Thursday, 11 June 2026

ਟੈਸਲਾ ਦੇ ਸੀਈਓ ਹਨ ਮਸਕ 

ਵਾਸ਼ਿੰਗਟਨ/ਬਿਊਰੋ ਨਿਊਜ਼

ਟੈਸਲਾ ਦੇ ਸੀ.ਈ.ਓ. ਐਲਨ ਮਸਕ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਨੂੰ ਹੁਨਰਮੰਦ ਭਾਰਤੀਆਂ ਤੋਂ ਬਹੁਤ ਲਾਭ ਹੋਇਆ ਹੈ। ਇਮੀਗਰੇਸ਼ਨ ਨੀਤੀਆਂ ਅਤੇ ਆਲਮੀ ਪ੍ਰਤਿਭਾ ਨੂੰ ਆਕਰਸ਼ਿਤ ਕਰਨ ਦੀ ਮਹੱਤਤਾ ਬਾਰੇ ਚੱਲ ਰਹੀਆਂ ਚਰਚਾਵਾਂ ਦੌਰਾਨ, ਮਸਕ ਨੇ ਸੰਯੁਕਤ ਰਾਜ ਅਮਰੀਕਾ ਵਿਚ ਭਾਰਤੀ ਪ੍ਰਤਿਭਾ ਦੇ ਮਹੱਤਵਪੂਰਨ ਯੋਗਦਾਨ ਨੂੰ ਸਵੀਕਾਰ ਕੀਤਾ ਹੈ। ਇਕ ਇੰਟਰਵਿਊ ਵਿਚ ਮਸਕ ਨੇ ਇਮੀਗਰੇਸ਼ਨ ਨੀਤੀਆਂ ਬਾਰੇ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਮੂਲ ਦੇ ਕਈ ਵਿਅਕਤੀਆਂ ਨੇ ਅਮਰੀਕੀ ਅਰਥ ਵਿਵਸਥਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਜਿਸ ਨਾਲ ਵਿਕਾਸ ਨੂੰ ਹੁਲਾਰਾ ਮਿਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਸਕ ਨੇ ਇਮੀਗਰੇਸ਼ਨ ਨੀਤੀਆਂ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਅਤੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੋਅ ਬਾਈਡਨ ਪ੍ਰਸ਼ਾਸਨ ਦੀ ਸਰਹੱਦੀ ਨਿਯੰਤਰਣ ਦੀ ਘਾਟ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਖੁੱਲ੍ਹੀਆਂ ਸਰਹੱਦਾਂ ਨੁਕਸਾਨਦੇਹ ਸਨ ਕਿਉਂਕਿ ਉਨ੍ਹਾਂ ਨੇ ਅਪਰਾਧੀਆਂ ਨੂੰ ਵੀ ਅਮਰੀਕਾ ਵਿਚ ਦਾਖਲ ਹੋਣ ਦੀ ਇਜ਼ਾਜਤ ਦਿੱਤੀ ਸੀ। 

 

ਕਿਹਾ : ਅਮਰੀਕਾ ਨਾਲ ਪਿਆਰ ਨਾ ਕਰਨ ਵਾਲਿਆਂ ਨੂੰ ਵੀ ਕੱਢਾਂਗਾ ਬਾਹਰ

ਵਾਸ਼ਿੰਗਟਨ/ਬਿਊਰੋ ਨਿਊਜ਼  

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਸਾਰੇ ਜ਼ੋਖਮ ਭਰੇ ਦੇਸ਼ਾਂ ਤੋਂ ਇਮੀਗਰੇਸ਼ਨ ਨੂੰ ਹਮੇਸ਼ਾ ਦੇ ਲਈ ਰੋਕ ਦੇਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵਿਦੇਸ਼ੀ ਨਾਗਰਿਕ ਸੁਰੱਖਿਆ ਲਈ ਖਤਰਾ ਹਨ, ਉਨ੍ਹਾਂ ਨੂੰ ਵੀ ਅਮਰੀਕਾ ਵਿਚੋਂ ਕੱਢ ਦਿਆਂਗੇ। ਟਰੰਪ ਨੇ ਕਿਹਾ ਕਿ ਜੋ ਲੋਕ ਅਮਰੀਕਾ ਦੇ ਲਈ ਫਾਇਦੇਮੰਦ ਨਹੀਂ ਹਨ ਜਾਂ ਜੋ ਲੋਕ ਸਾਡੇ ਦੇਸ਼ ਨਾਲ ਸੱਚਾ ਪਿਆਰ ਨਹੀਂ ਕਰਦੇ, ਉਨ੍ਹਾਂ ਨੂੰ ਵੀ ਬਾਹਰ ਕੱਢਿਆ ਜਾਵੇਗਾ। ਟਰੰਪ ਦਾ ਇਹ ਬਿਆਨ ਇਕ ਅਫਗਾਨ ਨਾਗਰਿਕ ਵਲੋਂ ਨੈਸ਼ਨਲ ਗਾਰਡ ਮੈਂਬਰ ਦੀ ਹੱਤਿਆ ਤੋਂ ਬਾਅਦ ਆਇਆ ਹੈ। ਇਸ ਉਪਰੰਤ ਉਨ੍ਹਾਂ ਦੇ ਪ੍ਰਸ਼ਾਸਨ ਨੇ ਇਮੀਗਰੇਸ਼ਨ ’ਤੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਟਰੰਪ ਪ੍ਰਸ਼ਾਸਨ ਨੇ ਵਾਸ਼ਿੰਗਟਨ ਡੀਸੀ ਵਿਚ ਹੋਈ ਗੋਲੀਬਾਰੀ ਦੇ ਮੱਦੇਨਜ਼ਰ 19 ਚਿੰਤਾਜਨਕ ਦੇਸ਼ਾਂ ਦੇ ਪਰਵਾਸੀਆਂ ਨੂੰ ਜਾਰੀ ਕੀਤੇ ਗਏ ਸਾਰੇ ਗ੍ਰੀਨ ਕਾਰਡਾਂ ਦੀ ਵਿਆਪਕ ਸਮੀਖਿਆ ਦਾ ਐਲਾਨ ਕੀਤਾ ਹੈ। ਇਸਦੇ ਚੱਲਦਿਆਂ ਯੂ.ਐਸ. ਸਿਟੀਜ਼ਨਸ਼ਿਪ ਐਂਡ ਇਮੀਗਰੇਸ਼ਨ ਸਰਵਿਸਿਜ਼ ਦੇ ਡਾਇਰੈਕਟਰ ਜੋਸਫ ਐਡਲੋ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਨ੍ਹਾਂ ਦੇਸ਼ਾਂ ਦੇ ਪਰਵਾਸੀਆਂ ਨੂੰ ਜਾਰੀ ਕੀਤੇ ਗਏ ਹਰੇਕ ਗ੍ਰੀਨ ਕਾਰਡ ਦੀ ਪੂਰੇ ਪੈਮਾਨੇ ’ਤੇ ਸਖਤ ਜਾਂਚ ਦਾ ਆਦੇਸ਼ ਦਿੱਤਾ ਹੈ। 

 

 

 

 

  

ਜੇਲ੍ਹ ਪ੍ਰਸ਼ਾਸਨ ਨੇ ਕਿਹਾ : ਇਮਰਾਨ ਖਾਨ ਪੂਰੀ ਤਰ੍ਹਾਂ ਤੰਦਰੁਸਤ

ਇਸਲਾਮਾਬਾਦ/ਬਿਊਰੋ ਨਿਊਜ਼

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਮੌਤ ਨੂੰ ਲੈ ਕੇ ਸ਼ੋਸ਼ਲ ਮੀਡੀਆ ’ਤੇ ਅਫਵਾਹ ਫੈਲ ਗਈ। ਧਿਆਨ ਰਹੇ ਕਿ ਇਮਰਾਨ ਖਾਨ ਅਗਸਤ 2023 ਤੋਂ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿਚ ਬੰਦ ਹੈ।  ਕੁਝ ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਮਰਾਨ ਦੀ ਸਿਹਤ ਠੀਕ ਨਹੀਂ ਹੈ। ਪਿਛਲੇ ਤਿੰਨ ਹਫਤਿਆਂ ਤੋਂ ਇਮਰਾਨ ਦੀਆਂ ਭੈਣਾਂ ਉਸ ਨੂੰ ਮਿਲਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਜੇਲ੍ਹ ਪ੍ਰਸ਼ਾਸਨ ਇਸਦੀ ਇਜ਼ਾਜਤ ਨਹੀਂ ਦੇ ਰਿਹਾ। ਇਸਦੇ ਚੱਲਦਿਆਂ ਇਮਰਾਨ ਦੀਆਂ ਭੈਣਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਸੱਚ ਸਾਹਮਣੇ ਲਿਆਂਦਾ ਜਾਵੇ। ਇਸਦੇ ਚੱਲਦਿਆਂ  ਜੇਲ੍ਹ ਪ੍ਰਸ਼ਾਸਨ ਨੇ ਇਮਰਾਨ ਖਾਨ ਬਾਰੇ ਪਾਕਿਸਤਾਨ ਵਿਚ ਫੈਲ ਰਹੀਆਂ ਅਫਵਾਹਾਂ ਦੌਰਾਨ ਆਪਣੀ ਚੁੱਪੀ ਤੋੜੀ ਹੈ। ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਇਮਰਾਨ ਖਾਨ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਜੇਲ੍ਹ ਵਿਚ ਹੀ ਹਨ ਅਤੇ ਡਾਕਟਰ ਉਨ੍ਹਾਂ ਦੀ ਦੇਖਭਾਲ ਕਰ ਰਹੇ ਹਨ। ਇਸੇ ਦੌਰਾਨ ਇਮਰਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਨੇ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸਰਕਾਰ ਕੋਲੋਂ ਸਪੱਸ਼ਟੀਕਰਨ ਮੰਗਿਆ ਹੈ।  

ਪਟੀਸ਼ਨ ਵਿਚ ਸਰਬਜੀਤ ਕੌਰ ਉਰਫ ਨੂਰ ਨੂੰ ਭਾਰਤੀ ਜਾਸੂਸ ਦੱਸਿਆ

ਇਸਲਾਮਾਬਾਦ/ਬਿਊਰੋ ਨਿਊਜ਼ 

ਪਾਕਿਸਤਾਨ ਦੇ ਸਾਬਕਾ ਸਿੱਖ ਵਿਧਾਇਕ ਨੇ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕਰਕੇ ਸਥਾਨਕ ਮੁਸਲਿਮ ਵਿਅਕਤੀ ਨਾਲ ਵਿਆਹ ਕਰਵਾਉਣ ਵਾਲੀ ਭਾਰਤੀ ਸਿੱਖ ਮਹਿਲਾ ਨੂੰ ਗਿ੍ਰਫਤਾਰ ਕਰਨ ਅਤੇ ਵਾਪਸ ਭੇਜਣ ਦੀ ਮੰਗ ਕੀਤੀ ਹੈ। ਪਾਕਿਸਤਾਨ ’ਚ ਪੈਂਦੇ ਪੰਜਾਬ ਦੀ ਵਿਧਾਨ ਸਭਾ ਦੇ ਸਾਬਕਾ ਮੈਂਬਰ ਮਹਿੰਦਰਪਾਲ ਸਿੰਘ ਨੇ ਲਾਹੌਰ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਇਲਜ਼ਾਮ ਲਗਾਇਆ ਹੈ ਕਿ 48 ਸਾਲਾ ਸਰਬਜੀਤ ਕੌਰ ਪਾਕਿਸਤਾਨ ਪਹੁੰਚਣ ਮਗਰੋਂ ਗਾਇਬ ਹੋ ਗਈ ਸੀ। ਮਹਿੰਦਰਪਾਲ ਸਿੰਘ ਨੇ ਉਸ ਨੂੰ ਇਕ ਜਾਸੂਸ ਵੀ ਦੱਸਿਆ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਭਾਰਤੀ ਸਿੱਖ ਮਹਿਲਾ ਦੇ ਅਪਰਾਧਿਕ ਰਿਕਾਰਡ ਦੇ ਬਾਵਜੂਦ, ਭਾਰਤ ਸਰਕਾਰ ਨੇ ਉਸ ਨੂੰ ਮਨਜੂਰੀ ਦਿੱਤੀ ਹੈ। ਧਿਆਨ ਰਹੇ ਕਿ ਸਰਬਜੀਤ ਕੌਰ ਉਨ੍ਹਾਂ ਸਿੱਖ ਸ਼ਰਧਾਲੂਆਂ ਵਿਚ ਸ਼ਾਮਲ ਸੀ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਪਹੁੰਚੀ ਸੀ।   

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.