Thursday, 11 June 2026

ਸ਼ਾਂਤੀ ਬਹਾਲੀ ਲਈ ਹਰ ਸੰਭਵ ਸਹਿਯੋਗ ਤੇ ਹਮਾਇਤ ਦਾ ਦਿੱਤਾ ਭਰੋਸਾ

ਨਵੀਂ ਦਿੱਲੀ/ਬਿਊਰੋ ਨਿਊਜ਼ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ਆਪਣੀ ਨੇਪਾਲੀ ਹਮਰੁਤਬਾ ਸੁਸ਼ੀਲਾ ਕਾਰਕੀ ਨਾਲ ਗੱਲ ਕੀਤੀ ਹੈ। ਪੀਐਮ ਮੋਦੀ ਨੇ ਸੁਸ਼ੀਲਾ ਕਾਰਕੀ ਨੂੰ ਨੇਪਾਲ ਵਿਚ ਸ਼ਾਂਤੀ ਬਹਾਲੀ ਲਈ ਹਰ ਸੰਭਵ ਸਹਿਯੋਗ ਤੇ ਹਮਾਇਤ ਦਾ ਭਰੋਸਾ ਦਿੱਤਾ ਹੈ। ਮੋਦੀ ਨੇ ਕਿਹਾ ਕਿ ਕਾਰਕੀ ਨਾਲ ਆਪਣੀ ਗੱਲਬਾਤ ਦੌਰਾਨ ਉਨ੍ਹਾਂ ਨੇ ਗੁਆਂਢੀ ਦੇਸ਼ ਵਿਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਏ ਦੁਖਦਾਈ ਨੁਕਸਾਨ ’ਤੇ ਆਪਣੀ ਦਿਲੀ ਸੰਵੇਦਨਾ ਜ਼ਾਹਰ ਕੀਤੀ ਹੈ। ਦੱਸਣਯੋਗ ਹੈ ਕਿ ਪਿਛਲੇ ਹਫਤੇ ਨੇਪਾਲ ਵਿਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਅੰਦੋਲਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿਆਸੀ ਆਗੂਆਂ ਦੇ ਘਰ, ਸੰਸਦ, ਵਪਾਰਕ ਅਦਾਰਿਆਂ ਅਤੇ ਸ਼ਾਪਿੰਗ ਕੰਪਲੈਕਸਾਂ ਸਣੇ ਅਹਿਮ ਸਰਕਾਰੀ ਇਮਾਰਤਾਂ ਨੂੰ ਅੱਗ ਲਗਾ ਦਿੱਤੀ ਸੀ। ਇਸਦੇ ਚੱਲਦਿਆਂ ਸੁਸ਼ੀਲਾ ਕਾਰਕੀ ਨੇ ਲੰਘੀ 12 ਸਤੰਬਰ ਨੂੰ ਅੰਤਰਿਮ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ।  

ਕਿਹਾ : ਇਹ ਅਮਰੀਕੀ ਨਾਗਰਿਕਾਂ ਲਈ ਵੱਡਾ ਖਤਰਾ

ਵਾਸ਼ਿੰਗਟਨ/ਬਿਊਰੋ ਨਿਊਜ਼

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਭਾਰਤ, ਚੀਨ, ਅਫਗਾਨਿਸਤਾਨ ਅਤੇ ਪਾਕਿਸਤਾਨ ਸਣੇ 23 ਦੇਸ਼ ਨਸ਼ੀਲੇ ਪਦਾਰਥਾਂ ਦੀ ਗੈਰਕਾਨੂੰਨੀ ਤਸਕਰੀ ਅਤੇ ਉਤਪਾਦਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੁਲਕ ਗੈਰਕਾਨੂੰਨੀ ਨਸ਼ੀਲੇ ਪਦਾਰਥਾਂ ਅਤੇ ਰਸਾਇਣਾਂ ਦਾ ਨਿਰਮਾਣ ਅਤੇ ਤਸਕਰੀ ਕਰਕੇ ਅਮਰੀਕਾ ਅਤੇ ਉਸਦੇ ਨਾਗਰਿਕਾਂ ਦੀ ਸੁਰੱਖਿਆ ਲਈ ਖਤਰਾ ਬਣ ਰਹੇ ਹਨ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ 23 ਦੇਸ਼ਾਂ ਦੀ ਪ੍ਰਮੁੱਖ ਨਸ਼ੀਲੇ ਪਦਾਰਥਾਂ ਦੀ ਆਵਾਜਾਈ ਜਾਂ ਪ੍ਰਮੁੱਖ ਗੈਰਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਉਤਪਾਦਕ ਵਜੋਂ ਪਛਾਣ ਕੀਤੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਡਰੱਗ ਤਸਕਰੀ, ਖਾਸ ਕਰਕੇ ਫੈਂਟੇਨਾਈਲ ਵਰਗੇ ਘਾਤਕ ਡਰੱਗ ਨੇ ਅਮਰੀਕਾ ਵਿਚ ਨੈਸ਼ਨਲ ਐਮਰਜੈਂਸੀ ਜਿਹੇ ਹਾਲਾਤ ਪੈਦਾ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਪਬਲਿਕ ਹੈਲਥ ਲਈ ਸੰਕਟ ਦਾ ਕਾਰਨ ਬਣ ਰਿਹਾ ਹੈ ਅਤੇ 18 ਤੋਂ 44 ਸਾਲ ਦੇ ਅਮਰੀਕੀਆਂ ਦੀ ਮੌਤ ਦਾ ਵੀ ਮੁੱਖ ਕਾਰਨ ਹੈ। 

 

ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜ਼ਾਜਤ ਦੇਣ ਦੀ ਵੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਸਤੇ ਇਜ਼ਾਜ਼ਤ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਬਾਜਵਾ ਅਤੇ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਤੁਰੰਤ ਖੋਲ੍ਹਿਆ ਜਾਵੇ ਅਤੇ ਪਾਕਿਸਤਾਨ ਸਥਿਤ ਸਿੱਖ ਗੁਰੂਧਾਮਾਂ ਦੀ ਯਾਤਰਾ ਮੁੜ ਬਹਾਲ ਕੀਤੀ ਜਾਵੇ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਯਾਤਰਾ ਨਹੀਂ ਹੈ ਬਲਕਿ ਸਿੱਖਾਂ ਲਈ ਇਕ ਆਤਮਿਕ ਅਵਸਰ ਅਤੇ ਧਾਰਮਿਕ ਅਧਿਕਾਰ ਹੈ, ਜਿਸ ਨੂੰ ਰੋਕਣਾ ਬਹੁਤ ਹੀ ਮੰਦਭਾਗਾ ਹੈ। 

ਸਾਬਕਾ ਰਾਸ਼ਟਰਪਤੀ ਜੋਅ ਬਾਈਡਨ ਦੇ ਕਾਰਜਕਾਲ ’ਚ ਬਣੀ ਪਰਵਾਸ ਨੀਤੀ ਨੂੰ ਭੰਡਿਆ

ਵਾਸ਼ਿੰਗਟਨ/ਬਿਊਰੋ ਨਿਊਜ਼

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੱਲਾਸ ਵਿਚ ਹੋਈ ਭਾਰਤੀ ਮੂਲ ਦੇ ਮੋਟਲ ਮੈਨੇਜਰ ਦੀ ਹੱਤਿਆ ਮਗਰੋਂ ਪਰਵਾਸ ਨੀਤੀ ਦੀ ਨਿਖੇਧੀ ਕੀਤੀ ਹੈ। ਧਿਆਨ ਰਹੇ ਕਿ ਇਹ ਪਰਵਾਸ ਨੀਤੀ ਪਹਿਲੇ ਰਾਸ਼ਟਰਪਤੀ ਜੋਅ ਬਾਈਡਨ ਦੇ ਕਾਰਜਕਾਲ ਦੌਰਾਨ ਬਣੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮੋਟਲ ਮੈਨੇਜਰ ਦਾ ਕਤਲ ਕਥਿਤ ਤੌਰ ’ਤੇ ਅਪਰਾਧਿਕ ਪਿਛੋਕੜ ਵਾਲੇ ਗੈਰ-ਦਸਤਾਵੇਜੀ ਕਿਊਬਾ ਦੇ ਪਰਵਾਸੀ ਵਲੋਂ ਕੀਤਾ ਗਿਆ ਸੀ। ਇਸਦੇ ਚੱਲਦਿਆਂ ਟਰੰਪ ਨੇ ਆਪਣੇ ਸ਼ੋਸ਼ਲ ਮੀਡੀਆ ਪਲੇਟਫਾਰਮ ’ਤੇ ਇਕ ਪੋਸਟ ਵਿਚ ਹਮਲਾਵਰ ਨੂੰ ਗੈਰਕਾਨੂੰਨੀ ਵਿਦੇਸ਼ੀ ਦੱਸਿਆ ਹੈ। ਟਰੰਪ ਨੇ ਕਿਹਾ ਹੈ ਕਿ ਇਸ ਲਈ ਜੋਅ ਬਾਈਡਨ ਦੀਆਂ ਨਰਮ ਨੀਤੀਆਂ ਜ਼ਿੰਮੇਵਾਰ ਹਨ। ਜ਼ਿਕਰਯੋਗ ਹੈ ਕਿ ਕਰਨਾਟਕ ਦੇ ਮੂਲ ਨਿਵਾਸੀ ਚੰਦਰ ਮੌਲੀ ’ਤੇ ਲੰਘੀ 10 ਸਤੰਬਰ ਨੂੰ ਇਕ ਵਿਅਕਤੀ ਨੇ ਚਾਕੂ ਨਾਲ ਹਮਲਾ ਕੀਤਾ ਸੀ ਅਤੇ ਉਸਦੀ ਮੌਤ ਹੋ ਗਈ ਸੀ। ਇਸ ਘਟਨਾ ਨੇ ਭਾਰਤੀ ਅਮਰੀਕੀ ਭਾਈਚਾਰੇ ਨੂੰ ਪੂਰੀ ਤਰ੍ਹਾਂ ਹਿਲਾ ਦਿੱਤਾ ਸੀ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.