Friday, 12 June 2026

ਮੰਡੀ ਗੋਬਿੰਦਗੜ੍ਹ, 9 ਜੂਨ: ਦੇਸ਼ ਭਗਤ ਆਯੁਰਵੇਦਿਕ ਕਾਲਜ ਅਤੇ ਹਸਪਤਾਲ, ਮੰਡੀ ਗੋਬਿੰਦਗੜ੍ਹ, ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਨਿਰੰਤਰ ਮਜ਼ਬੂਤ ਕਰਦਿਆਂ ਪ੍ਰਮਾਣਿਕ ਆਯੁਰਵੇਦਿਕ ਇਲਾਜ ਨੂੰ ਆਧੁਨਿਕ ਚਿਕਿਤਸਾ ਸਹੂਲਤਾਂ ਅਤੇ ਮਨੁੱਖੀ ਸੇਵਾ ਭਾਵਨਾ ਨਾਲ ਜੋੜ ਕੇ ਮੁਹੱਈਆ ਕਰਵਾ ਰਿਹਾ ਹੈ। ਪਰੰਪਰਾਵਾਂ ਨਾਲ ਜੁੜਿਆ ਹੋਇਆ ਅਤੇ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਸੰਸਥਾ ਖੇਤਰ ਵਿੱਚ ਕੁਦਰਤੀ ਇਲਾਜ ਅਤੇ ਤੰਦਰੁਸਤੀ ਦਾ ਇੱਕ ਭਰੋਸੇਯੋਗ ਕੇਂਦਰ ਬਣ ਚੁੱਕੀ ਹੈ।

ਹਸਪਤਾਲ ਵਿੱਚ ਓਪੀਡੀ ਅਤੇ ਆਈਪੀਡੀ ਸੇਵਾਵਾਂ, ਪੰਚਕਰਮ ਥੈਰੇਪੀ, ਆਯੁਰਵੇਦਿਕ ਫਾਰਮੇਸੀ, ਆਧੁਨਿਕ ਜਾਂਚ ਸਹੂਲਤਾਂ, ਯੋਗਾ ਅਤੇ ਡਾਇਟ ਕਾਊਂਸਲਿੰਗ, ਵਿਸ਼ੇਸ਼ ਰੋਗ ਕਲੀਨਿਕ ਅਤੇ ਸੁਸੱਜਿਤ ਪੰਚਕਰਮ ਯੂਨਿਟਾਂ ਸਮੇਤ ਕਈ ਸਿਹਤ ਸਹੂਲਤਾਂ ਉਪਲਬਧ ਹਨ। ਸੰਸਥਾ ਦਾ ਉਦੇਸ਼ ਤਜਰਬੇਕਾਰ ਡਾਕਟਰ ਅਤੇ ਆਧੁਨਿਕ ਬੁਨਿਆਦੀ ਢਾਂਚੇ ਦੀ ਸਹਾਇਤਾ ਨਾਲ ਪਰੰਪਰਾਗਤ ਆਯੁਰਵੇਦਿਕ ਵਿਧੀਆਂ ਰਾਹੀਂ ਰੋਕਥਾਮੀ ਅਤੇ ਇਲਾਜੀ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਿਤ ਕਰਨਾ ਹੈ।

ਓਪੀਡੀ ਸੇਵਾਵਾਂ ਅਧੀਨ ਲੰਬੇ ਸਮੇਂ ਵਾਲੀਆਂ ਬਿਮਾਰੀਆਂ ਲਈ ਮਾਹਿਰ ਆਯੁਰਵੇਦਿਕ ਸਲਾਹ ਪ੍ਰਦਾਨ ਕੀਤੀ ਜਾਂਦੀ ਹੈ, ਜਦਕਿ ਆਈਪੀਡੀ ਸਹੂਲਤਾਂ ਮਰੀਜ਼ਾਂ ਲਈ ਸਾਫ਼-ਸੁਥਰੀ, ਆਰਾਮਦਾਇਕ ਅਤੇ ਵਿਅਕਤੀਗਤ ਇਲਾਜ ਯੋਜਨਾਵਾਂ ਨਾਲ ਗੁਣਵੱਤਾ ਭਰੀ ਦੇਖਭਾਲ ਯਕੀਨੀ ਬਣਾਉਂਦੀਆਂ ਹਨ। ਪੰਚਕਰਮ ਥੈਰੇਪੀ ਯੂਨਿਟ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਤੰਦਰੁਸਤੀ ਲਈ ਡਿਟਾਕਸੀਫਿਕੇਸ਼ਨ ਅਤੇ ਨਵਜੀਵਨ ਥੈਰੇਪੀਆਂ ‘ਤੇ ਕੇਂਦਰਿਤ ਹੈ।

ਹਸਪਤਾਲ ਦੀ ਆਯੁਰਵੇਦਿਕ ਫਾਰਮੇਸੀ ਵਿੱਚ ਖ਼ਾਲਿਸ ਅਤੇ ਗੁਣਵੱਤਾ ਯੁਕਤ ਪਰੰਪਰਾਗਤ ਆਯੁਰਵੇਦਿਕ ਦਵਾਈਆਂ ਸੰਸਥਾ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ। ਵਿਸ਼ੇਸ਼ ਕਲੀਨਿਕਾਂ ਵਿੱਚ ਚਮੜੀ ਰੋਗ, ਜੋੜਾਂ ਦੀਆਂ ਸਮੱਸਿਆਵਾਂ, ਪਚਣ ਸੰਬੰਧੀ ਬਿਮਾਰੀਆਂ, ਮਹਿਲਾ ਸਿਹਤ ਸਮੱਸਿਆਵਾਂ, ਸਾਹ ਦੀਆਂ ਬਿਮਾਰੀਆਂ ਅਤੇ ਜੀਵਨ ਸ਼ੈਲੀ ਨਾਲ ਸੰਬੰਧਿਤ ਰੋਗਾਂ ਦਾ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।

ਸੰਸਥਾ ਯੋਗਾ ਅਤੇ ਡਾਇਟ ਕਾਊਂਸਲਿੰਗ ਸੈਸ਼ਨਾਂ ਰਾਹੀਂ ਸਿਹਤਮੰਦ ਜੀਵਨ ਸ਼ੈਲੀ ਤੰਦਰੁਸਤੀ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ। ਆਧੁਨਿਕ ਜਾਂਚ ਸਹੂਲਤਾਂ ਮਰੀਜ਼ਾਂ ਦੀ ਸਹੀ ਜਾਂਚ ਅਤੇ ਪ੍ਰਭਾਵਸ਼ਾਲੀ ਇਲਾਜ ਯੋਜਨਾ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੀਆਂ ਹਨ।

ਇਸ ਮੌਕੇ ‘ਤੇ ਦੇਸ਼ ਭਗਤ ਆਯੁਰਵੇਦਿਕ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਪ੍ਰੋ. ਡਾ. ਹੇਮਰਾਜ ਨੇ ਕਿਹਾ ਕਿ ਸੰਸਥਾ ਆਯੁਰਵੇਦ ਦੇ ਅਮੋਲਕ ਅਤੇ ਪ੍ਰਾਚੀਨ ਗਿਆਨ ਨੂੰ ਆਧੁਨਿਕ ਸਿਹਤ ਸੇਵਾਵਾਂ ਨਾਲ ਜੋੜ ਕੇ ਸਮਾਜ ਦੀ ਪ੍ਰਭਾਵਸ਼ਾਲੀ ਸੇਵਾ ਕਰਨ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦਾ ਮੁੱਖ ਉਦੇਸ਼ ਲੋਕਾਂ ਨੂੰ ਕਿਫ਼ਾਇਤੀ, ਕੁਦਰਤੀ ਅਤੇ ਮਰੀਜ਼-ਕੇਂਦਰਿਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ।
ਤਜਰਬੇਕਾਰ ਫੈਕਲਟੀ, ਆਧੁਨਿਕ ਬੁਨਿਆਦੀ ਢਾਂਚੇ, ਸਾਫ਼-ਸੁਥਰੇ ਅਤੇ ਸ਼ਾਂਤਮਈ ਵਾਤਾਵਰਣ ਅਤੇ ਰਿਸਰਚ ਤੇ ਸੇਵਾ ਪ੍ਰਤੀ ਮਜ਼ਬੂਤ ਵਚਨਬੱਧਤਾ ਨਾਲ ਦੇਸ਼ ਭਗਤ ਆਯੁਰਵੇਦਿਕ ਕਾਲਜ ਅਤੇ ਹਸਪਤਾਲ ਸਿਹਤਮੰਦ ਭਵਿੱਖ ਲਈ ਆਯੁਰਵੇਦ ਅਤੇ ਚਿਕਿਤਸਾ ਪ੍ਰਣਾਲੀ ਨੂੰ ਲਗਾਤਾਰ ਮਜ਼ਬੂਤ ਕਰ ਰਿਹਾ ਹੈ।

ਚੰਡੀਗੜ੍ਹ, 8 ਜੂਨ:
ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਵਿੱਚ ਦਿਖਾਈ ਦੇਣਗੇ।

ਇੱਥੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ‘ਮਿਸ਼ਨ ਕਲੀਨ ਪੰਜਾਬ’ ਦਾ ਆਗਾਜ਼ ਕਰਦਿਆਂ ਸ. ਬੈਂਸ ਨੇ ਫੀਲਡ ਅਧਿਕਾਰੀਆਂ ਨਾਲ ਵੀਡੀਓ ਕਾਲ ਰਾਹੀਂ ਮੁਹਿੰਮ ਦੇ ਪਹਿਲੇ ਦਿਨ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਲੈਸ ਮੋਬਾਈਲ ਐਪਲੀਕੇਸ਼ਨ, ਅਚਨਚੇਤ ਚੈਕਿੰਗ ਅਤੇ ਸਫ਼ਾਈ ਬਾਰੇ ਹਫ਼ਤਾਵਾਰੀ ਪ੍ਰਗਤੀ ਰਿਪੋਰਟਾਂ ਰਾਹੀਂ ਸਫਲ ਬਣਾਇਆ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹਰੇਕ ਸ਼ਹਿਰੀ ਸਥਾਨਕ ਸੰਸਥਾ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਜਾਵੇਗਾ ਅਤੇ ਹਰੇਕ ਜ਼ੋਨ ਦੀ ਅਗਵਾਈ ਇੱਕ ਨਿਗਰਾਨ ਅਧਿਕਾਰੀ- ਏ.ਡੀ.ਸੀ., ਐਮ.ਸੀ. ਕਮਿਸ਼ਨਰ, ਸੰਯੁਕਤ ਕਮਿਸ਼ਨਰ ਜਾਂ ਈ.ਓ.- ਵੱਲੋਂ ਕੀਤੀ ਜਾਵੇਗੀ। ਸਾਰੇ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਲਾਜ਼ਮੀ ਤੌਰ 'ਤੇ ਫੀਲਡ ਦਾ ਦੌਰਾ ਕਰਨਗੇ। ਸਥਾਨਕ ਸਰਕਾਰਾਂ ਮੰਤਰੀ ਖ਼ੁਦ ਵੀ ਪੂਰੇ ਪੰਜਾਬ ਵਿੱਚ ਅਚਨਚੇਤ ਚੈਕਿੰਗ ਕਰਨਗੇ। ਨਿਗਰਾਨ ਅਧਿਕਾਰੀ ਰੋਜ਼ਾਨਾ ਰਿਪੋਰਟਾਂ ਭੇਜਣਗੇ ਅਤੇ ਕਿਸੇ ਵੀ ਚੀਜ਼ ਨੂੰ ਰੱਬ ਆਸਰੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੋਈ ਇੱਕ ਵਾਰ ਕੀਤਾ ਜਾਣ ਵਾਲਾ ਵੱਡਾ ਸਮਾਗਮ ਨਹੀਂ ਹੈ। ਇਹ ਗੰਦਗੀ ਵਿਰੁੱਧ ਰੋਜ਼ਾਨਾ ਦੀ ਜੰਗ ਹੈ। ਅੱਜ ਸਵੇਰੇ 7 ਵਜੇ ਤੋਂ ਹਰ ਅਧਿਕਾਰੀ ਫੀਲਡ ਵਿੱਚ ਹੋਵੇਗਾ। ਕੋਈ ਬਹਾਨਾ ਨਹੀਂ ਚੱਲੇਗਾ। ਸਾਰੇ ਅਧਿਕਾਰੀਆਂ ਕੋਲ ਚੱਲਦੇ ਕੈਮਰੇ ਅਤੇ ਇੰਟਰਨੈੱਟ ਕੁਨੈਕਟੀਵਿਟੀ ਵਾਲਾ ਸਮਾਰਟਫੋਨ ਹੋਣਾ ਲਾਜ਼ਮੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ। ਕਿਸੇ ਵੀ ਅਧਿਕਾਰੀ ਨੂੰ ਮੁੱਖ ਮੰਤਰੀ ਜਾਂ ਮੇਰੇ ਵੱਲੋਂ ਕਿਸੇ ਵੀ ਸਮੇਂ ਫੋਨ ਕੀਤਾ ਜਾ ਸਕਦਾ ਹੈ। ਅੱਜ ਮੈਂ ਮੁੱਖ ਦਫ਼ਤਰ ਵਿੱਚ ਹਾਂ। ਭਲਕੇ ਮੈਂ ਮੋਹਾਲੀ, ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ ਜਾਂ ਜੈਤੋ ਵਿੱਚ ਹੋ ਸਕਦਾ ਹਾਂ।”

ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਏ.ਆਈ-ਅਧਾਰਤ ਐਪ ਇਸ ਮੁਹਿੰਮ ਦੀ ਰੀਅਲ ਟਾਈਮ ਪ੍ਰਗਤੀ ਨੂੰ ਟਰੈਕ ਕਰੇਗਾ। ਅਧਿਕਾਰੀ ਵੀਡੀਓ ਕਾਲਾਂ 'ਤੇ ਉਪਲਬਧ ਰਹਿਣਗੇ ਅਤੇ ਬਿਨਾਂ ਕਿਸੇ ਪੂਰਵ ਸੂਚਨਾ ਦੇ ਕਿਤੇ ਵੀ ਅਚਨਚੇਤ ਚੈਕਿੰਗ ਕੀਤੀ ਜਾ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਉਦੇਸ਼ ਪ੍ਰਤੱਖ ਅਤੇ ਦਸਤਾਵੇਜ਼ੀ ਨਤੀਜੇ ਹਾਸਲ ਕਰਨਾ ਹੈ।

ਸਫ਼ਾਈ ਕਰਮਚਾਰੀਆਂ ਤੋਂ ਲੈ ਕੇ ਐਮ.ਸੀ. ਕਮਿਸ਼ਨਰਾਂ ਤੱਕ, ਹਰ ਕੋਈ ਸੜਕਾਂ ਅਤੇ ਗਲੀਆਂ ਵਿੱਚ ਹੋਵੇਗਾ ਤਾਂ ਜੋ ਲੋਕ ਜ਼ਮੀਨੀ ਪੱਧਰ 'ਤੇ ਇਸ ਮੁਹਿੰਮ ਦਾ ਅਸਰ ਦੇਖ ਸਕਣ। ਜੇਕਰ ਫਿਰ ਵੀ ਇਹ ਦਿਖਾਈ ਨਹੀਂ ਦਿੰਦਾ, ਤਾਂ ਲੋਕ ਸਾਨੂੰ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਫ਼ਾਈ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਚਲਾਈ ਜਾ ਰਹੀ ਹੈ ਤਾਂ ਜੋ ਪੰਜਾਬ ਦਾ ਹਰ ਸ਼ਹਿਰ ਅਤੇ ਕਸਬਾ ਸਾਫ਼-ਸੁਥਰਾ ਦਿਖਾਈ ਦੇਵੇ।

ਚੰਡੀਗੜ੍ਹ/ ਡੇਰਾਬੱਸੀ : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਅੱਜ ਫੋਕਲ ਪੁਆਇੰਟ, ਮੁਬਾਰਕਪੁਰ ਵਿਖੇ ਨਵੇਂ ਕਾਰਜਸ਼ੀਲ ਹੋਏ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ ਕੀਤਾ।

ਦੱਸਣਯੋਗ ਹੈ ਕਿ ਲਗਭਗ 9.60 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 66 ਕੇਵੀ ਗਰਿੱਡ ਸਬਸਟੇਸ਼ਨ ਮੁਬਾਰਕਪੁਰ, ਡੇਰਾਬੱਸੀ ਅਤੇ ਲਾਲੜੂ ਦੇ ਤੇਜ਼ੀ ਨਾਲ ਵਧ ਰਹੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ। 40 ਐਮ.ਵੀ.ਏ. ਦੀ ਸਮਰੱਥਾ ਨਾਲ ਲੈਸ, ਇਹ ਗਰਿੱਡ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ, ਮੌਜੂਦਾ ਨੈੱਟਵਰਕ 'ਤੇ ਲੋਡ ਘਟਾਏਗਾ ਅਤੇ ਪੀ.ਐਸ.ਆਈ.ਈ.ਸੀ. ਫੋਕਲ ਪੁਆਇੰਟ ਮੁਬਾਰਕਪੁਰ ਵਿਚਲੀਆਂ ਅਤੇ ਇਸਦੇ ਨਾਲ ਲੱਗਦੀਆਂ ਉਦਯੋਗਿਕ ਇਕਾਈਆਂ ਦੇ ਨਾਲ-ਨਾਲ ਆਲੇ-ਦੁਆਲੇ ਰਿਹਾਇਸ਼ੀ ਖੇਤਰਾਂ ਨੂੰ ਲਾਭ ਪਹੁੰਚਾਏਗਾ।

ਇਕੱਠ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੋਈ ਵੀ ਸੂਬਾ ਉਦਯੋਗਿਕ ਵਿਕਾਸ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦਾ ਅਤੇ ਭਗਵੰਤ ਸਿੰਘ ਮਾਨ ਸਰਕਾਰ ਨੇ ਪ੍ਰਗਤੀਸ਼ੀਲ ਨੀਤੀਆਂ ਅਤੇ ਉਦਯੋਗ-ਪੱਖੀ ਪਹਿਲਕਦਮੀਆਂ ਰਾਹੀਂ ਪੰਜਾਬ ਨੂੰ ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ‘ਚ ਬਦਲ ਦਿੱਤਾ ਹੈ। ਇਹ ਵਿਸ਼ਵਾਸ ਪ੍ਰਗਟ ਕਰਦਿਆਂ ਕਿ ਪੰਜਾਬ ਚਾਲੂ ਵਿੱਤੀ ਵਰ੍ਹੇ ਦੌਰਾਨ 65,000 ਕਰੋੜ ਰੁਪਏ ਦੇ ਆਪਣੇ ਨਿਵੇਸ਼ ਟੀਚੇ ਨੂੰ ਪਾਰ ਕਰ ਲਵੇਗਾ, ਉਨ੍ਹਾਂ ਨੇ ਉਦਯੋਗਪਤੀਆਂ ਦੇ ਸਾਰੇ ਲੰਬਿਤ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਉਦਯੋਗਿਕ ਪਲਾਟਾਂ ਬਾਰੇ ਫੈਸਲਾ ਆਉਣ ਵਾਲੇ ਹਫ਼ਤੇ ਵਿੱਚ ਲਿਆ ਜਾਵੇਗਾ, ਜਦੋਂ ਕਿ ਫੋਕਲ ਪੁਆਇੰਟ ਗੇਟ ਲਈ ਪ੍ਰਵਾਨਗੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਭਰੋਸਾ ਦਿੱਤਾ ਕਿ ਲੇਬਰ ਇੰਸਪੈਕਟਰ ਦੀ ਜ਼ੀਰਕਪੁਰ ਦੀ ਬਜਾਏ ਡੇਰਾਬੱਸੀ ਨਾਲ ਮੈਪਿੰਗ ਕਰਨ ਅਤੇ ਰਾਮਗੜ੍ਹ ਰੋਡ ਦੇ ਨਵੀਨੀਕਰਨ ਦੇ ਮੁੱਦੇ ਨੂੰ ਵੀ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।

ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਉਦਯੋਗਿਕ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਮਹੱਤਵਪੂਰਨ ਪਹਿਲਕਦਮੀਆਂ 'ਤੇ ਚਾਨਣਾ ਪਾਇਆ, ਜਿਨ੍ਹਾਂ ਵਿੱਚ ਉਦਯੋਗਿਕ ਪਲਾਟਾਂ ਨੂੰ ਨਿਯਮਤ ਕਰਨ ਲਈ ਓ.ਟੀ.ਐਸ. ਸਕੀਮ, ਪਲਾਟ ਨਾਲ ਸਬੰਧਤ ਮਾਮਲਿਆਂ ਲਈ ਅਪੀਲੀ ਅਥਾਰਟੀ ਦੀ ਸਥਾਪਨਾ, ਪਲਾਟਾਂ ਦੀ ਕਲੱਬਿੰਗ ਅਤੇ ਡੀ-ਕਲੱਬਿੰਗ ਦੇ ਉਪਬੰਧ, ਲੀਜ਼ਹੋਲਡ ਪਲਾਟਾਂ ਨੂੰ ਫ੍ਰੀਹੋਲਡ ਵਿੱਚ ਤਬਦੀਲ ਕਰਨਾ, ਬਿਲਡਿੰਗ ਬਾਏ-ਲਾਅਜ਼ ਵਿੱਚ ਸੋਧਾਂ ਅਤੇ 26 ਉਦਯੋਗਿਕ ਫੋਕਲ ਪੁਆਇੰਟਾਂ ਨੂੰ ਰੋਸ਼ਨੀ, ਸੀ.ਸੀ.ਟੀ.ਵੀ. ਨਿਗਰਾਨੀ, ਪੀਣ ਵਾਲੇ ਪਾਣੀ, ਐਸ.ਟੀ.ਪੀਜ਼ ਅਤੇ ਵਾਧੂ ਬਿਜਲੀ ਦੀ ਉਪਲੱਬਧਤਾ ਵਰਗੀਆਂ ਸਹੂਲਤਾਂ ਨਾਲ ਅਪਗ੍ਰੇਡ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਜੰਗੀ ਪੱਧਰ 'ਤੇ ਅਪਗ੍ਰੇਡ ਕਰ ਰਹੀ ਹੈ ਅਤੇ ਅੱਗੇ ਕਿਹਾ ਕਿ ਬਿਜਲੀ ਬੰਕੱਟ ਜਲਦ ਹੀ ਸੂਬੇ ਵਿੱਚ ਬੀਤੇ ਦੀ ਗੱਲ ਬਣ ਜਾਣਗੇ।

ਡੇਰਾਬੱਸੀ ਤੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਇਹ ਮਹੱਤਵਪੂਰਨ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਵਾਸਤੇ ਦੋਵੇਂ ਕੈਬਨਿਟ ਮੰਤਰੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਬਸਟੇਸ਼ਨ ਦਾ ਨਿਰਮਾਣ 2023 ਵਿੱਚ ਸ਼ੁਰੂ ਹੋ ਗਿਆ ਸੀ ਅਤੇ ਇਸਦਾ ਸਫ਼ਲਤਾਪੂਰਵਕ ਕਾਰਜਸ਼ੀਲ ਹੋਣਾ ਖਿੱਤੇ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਹੈ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਭਰੋਸੇਮੰਦ, ਗੁਣਵੱਤਾ ਵਾਲੀ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਰਾਜ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਦਯੋਗਿਕ ਵਿਕਾਸ, ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਰੋਜ਼ਗਾਰ ਪੈਦਾ ਕਰਨ ਲਈ ਮਜ਼ਬੂਤ ਬਿਜਲੀ ਬੁਨਿਆਦੀ ਢਾਂਚਾ ਜ਼ਰੂਰੀ ਹੈ। ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਪੀ.ਐਸ.ਪੀ.ਸੀ.ਐਲ. ਦੇ ਇੰਜੀਨੀਅਰਾਂ, ਅਧਿਕਾਰੀਆਂ ਅਤੇ ਸਟਾਫ਼ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ, ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵਾਂ ਗਰਿੱਡ ਸਬਸਟੇਸ਼ਨ ਡੇਰਾਬਸੀ ਖੇਤਰ ਦੇ ਆਰਥਿਕ ਅਤੇ ਉਦਯੋਗਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।

ਡੇਰਾਬਸੀ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਬੁਨਿਆਦੀ ਢਾਂਚੇ ਦੀਆਂ ਮੁੱਖ ਲੋੜਾਂ ਨੂੰ ਪੂਰਾ ਕਰਨ ਅਤੇ ਫੋਕਲ ਪੁਆਇੰਟ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਚੰਡੀਗੜ੍ਹ; 8 ਜੂਨ 2026:
ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ ਪ੍ਰਾਪਤੀ ਨੂੰ ਪੰਜਾਬ ਵਿੱਚ ਨਵੀਂ ਭਰਤੀ ਵਿਵਸਥਾ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ, ਪਾਰਦਰਸ਼ਤਾ ਅਤੇ ਨਿਰਪੱਖ ਮੁਕਾਬਲੇ ਦੇ ਆਧਾਰ 'ਤੇ ਬਿਨਾਂ ਕਿਸੇ ਸਿਫਾਰਸ਼, ਰਾਜਨੀਤਿਕ ਪ੍ਰਭਾਵ ਜਾਂ ਭ੍ਰਿਸ਼ਟਾਚਾਰ ਦੇ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੀਟ ਵਰਗੀਆਂ ਪੇਪਰ ਲੀਕ ਦੀਆਂ ਘਟਨਾਵਾਂ ਨੇ ਦੇਸ਼ ਭਰ ਦੇ ਨੌਜਵਾਨਾਂ ਦੇ ਵਿਸ਼ਵਾਸ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ 2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਣ ਦੀਆਂ ਰਿਪੋਰਟਾਂ ਹਨ। ਉਨ੍ਹਾਂ ਕਿਹਾ ਕਿ ਇਸਦੇ ਉਲਟ ਪੰਜਾਬ ਵੱਲ ਝਾਤ ਮਾਰੀਏ ਤਾਂ ਸਾਲ 2022 ਤੋਂ ਇੱਕ ਵੀ ਪੇਪਰ ਲੀਕ ਹੋਣ ਦਾ ਮਾਮਲਾ ਸਾਹਮਣੇ ਨਹੀਂ ਆਇਆ।

ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਨੌਕਰੀਆਂ ਪੈਦਾ ਕਰ ਰਿਹਾ ਹੈ ਬਲਕਿ ਅਜਿਹੇ ਮੌਕੇ ਵੀ ਪੈਦਾ ਕਰ ਰਿਹਾ ਹੈ ਜੋ ਨੌਜਵਾਨਾਂ ਨੂੰ ਆਪਣੇ ਸੂਬੇ ਵਿੱਚ ਰਹਿਣ, ਅੱਗੇ ਵਧਣ ਅਤੇ ਸਫਲ ਹੋਣ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਨੇ ਹੁਨਰਮੰਦ ਨੌਜਵਾਨਾਂ ਦੀ ਹਿਜਰਤ ਦੇ ਰੁਝਾਨ ਨੂੰ ਪੁੱਠਾ ਗੇੜ ਪੈਣ, 65,000 ਠੇਕਾ ਕਰਮਚਾਰੀਆਂ ਲਈ ਰੈਗੂਲਰ ਨੌਕਰੀ ਦਾ ਰਾਹ ਖੋਲ੍ਹਣ, 25 ਨਵੀਆਂ ਆਈ.ਟੀ.ਆਈਜ਼ ਅਤੇ 13 ਮੌਜੂਦਾ ਆਈ.ਟੀ.ਆਈਜ਼ ਸੰਸਥਾਵਾਂ ਦੇ ਅਪਗ੍ਰੇਡੇਸ਼ਨ ਰਾਹੀਂ ਹੁਨਰ ਵਿਕਾਸ ਵਿੱਚ ਵੱਡੇ ਨਿਵੇਸ਼ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਵਿੱਚ ਰਹਿ ਕੇ ਹੀ ਆਪਣਾ ਭਵਿੱਖ ਬਣਾਉਣ ਵਾਸਤੇ ਉਨ੍ਹਾਂ ਨੂੰ ਵਿਸ਼ਵਾਸ ਨਾਲ ਭਰਨ, ਢੁਕਵੇਂ ਮੌਕੇ ਅਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ।

ਤਕਨੀਕੀ ਸਿੱਖਿਆ, ਸਹਿਕਾਰਤਾ, ਸਥਾਨਕ ਸਰਕਾਰਾਂ, ਜਲ ਸਪਲਾਈ ਤੇ ਸੈਨੀਟੇਸ਼ਨ, ਪਸ਼ੂ ਪਾਲਣ, ਲੋਕ ਨਿਰਮਾਣ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਹੋਰ ਵਿਭਾਗਾਂ ਵਿੱਚ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਚੰਗੇ ਸ਼ਾਸਨ ਰਾਹੀਂ ਸਸ਼ਕਤ ਬਣਾਉਣ ਦੇ ਚੱਲ ਰਹੇ ਮਿਸ਼ਨ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹੈ।

ਇਸ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ 'ਤੇ ਕਿਹਾ "ਅੱਜ 355 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ, ਜਿਸ ਨਾਲ ਹੁਣ ਤੱਕ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 67,037 ਹੋ ਗਈ ਹੈ। ਇਹ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਅਜਿਹੇ ਸਮੇਂ ਜਦੋਂ ਦੇਸ਼ ਭਰ ਵਿੱਚ ਨੀਟ ਵਰਗੇ ਪੇਪਰ ਲੀਕ ਹੋ ਰਹੇ ਹਨ, ਪੰਜਾਬ ਨੇ ਇਮਾਨਦਾਰੀ, ਪਾਰਦਰਸ਼ਤਾ ਤੇ ਨਿਰਪੱਖਤਾ ਨਾਲ ਭਰਤੀ ਪ੍ਰਕਿਰਿਆਵਾਂ ਨੂੰ ਯਕੀਨੀ ਬਣਾ ਕੇ ਅਤੇ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ 'ਚੋਂ ਸਿਖਰਲਾ ਸਥਾਨ ਹਾਸਲ ਕਰਕੇ ਮਿਸਾਲ ਕਾਇਮ ਕੀਤੀ ਹੈ। ਮੈਂ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਸਰਕਾਰੀ ਦਫਤਰਾਂ ਵਿੱਚ ਸੀਨੀਅਰ ਨਾਗਰਿਕਾਂ ਅਤੇ ਆਮ ਲੋਕਾਂ ਦੇ ਕੰਮ ਨੂੰ ਤਰਜੀਹ ਦੇਣ ਦੀ ਅਪੀਲ ਕਰਦਾ ਹਾਂ। 'ਆਪ' ਸਰਕਾਰ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪ੍ਰਵਾਸ ਨੂੰ ਰੋਕਣ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਤਰੱਕੀ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਖੰਭ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

ਨਵ-ਨਿਯੁਕਤ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਵਿੱਚ ਉਮੀਦਵਾਰਾਂ ਦੀ ਚੋਣ ਦਾ ਇੱਕੋ ਇੱਕ ਮਾਪਦੰਡ ਸਖ਼ਤ ਮਿਹਨਤ, ਸਮਰਪਣ ਅਤੇ ਯੋਗਤਾ ਹੈ। ਉਹ ਦਿਨ ਗਏ ਜਦੋਂ ਸਰਕਾਰੀ ਨੌਕਰੀਆਂ ਰਿਸ਼ਵਤ, ਸਿਫਾਰਸ਼ਾਂ ਜਾਂ ਰਾਜਨੀਤਿਕ ਸਬੰਧਾਂ ਦੇ ਆਧਾਰ 'ਤੇ ਵੰਡੀਆਂ ਜਾਂਦੀਆਂ ਸਨ। ਅੱਜ, ਯੋਗ ਉਮੀਦਵਾਰਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਨੌਜਵਾਨਾਂ ਨੇ ਸਫਲਤਾ ਪ੍ਰਾਪਤ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਹੈ ਅਤੇ ਇਹ ਉਨ੍ਹਾਂ ਦੇ ਸਫ਼ਰ ਦੀ ਸਿਰਫ਼ ਇੱਕ ਸ਼ੁਰੂਆਤ ਹੈ। ਉਨ੍ਹਾਂ ਲਈ ਤਰੱਕੀ ਦੀ ਉਡਾਰੀ ਭਰਨ ਵਾਸਤੇ ਆਸਮਾਨ ਖੁੱਲ੍ਹਾ ਹੈ ਅਤੇ ਮੈਂ ਸਾਰੇ ਉਮੀਦਵਾਰਾਂ ਨੂੰ ਅੱਗੇ ਹੋਰ ਵੱਡੇ ਮੁਕਾਮ ਹਾਸਲ ਕਰਨ  ਵਾਸਤੇ ਯਤਨਸ਼ੀਲ ਰਹਿਣ ਦੀ ਸਲਾਹ ਦਿੰਦਾ ਹਾਂ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੋਂ ਇਹ ਨਵ-ਨਿਯੁਕਤ ਕਰਮਚਾਰੀ ਸਰਕਾਰੀ ਪਰਿਵਾਰ ਦਾ ਇੱਕ ਅਨਿੱਖੜਵਾਂ ਅੰਗ ਬਣ ਗਏ ਹਨ ਅਤੇ ਇਹ ਕਰਮਚਾਰੀ ਖੁਸ਼ਹਾਲ ਤੇ ਰੰਗਲੇ ਪੰਜਾਬ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ, "ਅਸੀਂ ਸਾਰੇ ਇਕਜੁੱਟ ਹੋ ਕੇ ਰੰਗਲੇ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਤੁਹਾਡੇ ਵਿੱਚੋਂ ਹਰ ਇੱਕ ਦੀ ਹੁਣ ਸਮਾਜ ਅਤੇ ਸੂਬੇ ਪ੍ਰਤੀ ਇੱਕ ਅਹਿਮ ਜ਼ਿੰਮੇਵਾਰੀ ਹੈ। ਸਰਕਾਰ ਨੇ ਤੁਹਾਨੂੰ ਮੌਕੇ ਪ੍ਰਦਾਨ ਕਰਕੇ ਆਪਣਾ ਫਰਜ਼ ਨਿਭਾਇਆ ਹੈ। ਹੁਣ ਤੁਹਾਡੀ ਵਾਰੀ ਹੈ ਕਿ ਤੁਸੀਂ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰੋ।"

ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਿਕਾਰਡ ਦੀ ਤੁਲਨਾ ਦੇਸ਼ ਦੇ ਕਈ ਹੋਰ ਹਿੱਸਿਆਂ ਦੀ ਮੌਜੂਦਾ ਸਥਿਤੀ ਨਾਲ ਕੀਤੀ। ਉਨ੍ਹਾਂ ਕਿਹਾ, “2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ ਲਗਭਗ 93 ਪ੍ਰੀਖਿਆ ਪੇਪਰ ਲੀਕ ਹੋਣ ਦੀ ਰਿਪੋਰਟ ਮਿਲੀ ਹੈ। ਨੀਟ ਸਮੇਤ ਪ੍ਰਮੁੱਖ ਪ੍ਰੀਖਿਆਵਾਂ ਨਾਲ ਜੁੜੀਆਂ ਅਜਿਹੀਆਂ ਘਟਨਾਵਾਂ ਨੇ ਲੱਖਾਂ ਨੌਜਵਾਨਾਂ ਨੂੰ ਨਿਰਾਸ਼ ਕੀਤਾ ਹੈ। ਹਾਲਾਂਕਿ, 2022 ਵਿੱਚ ਸਾਡੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ, ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਹੋਣ ਦੀ ਘਟਨਾ ਸਾਹਮਣੇ ਨਹੀਂ ਆਈ ਹੈ। ਇਸ ਕਾਰਨ ਇਹ ਹੈ ਕਿ ਸੂਬੇ ਵਿੱਚ ਇੱਕ ਇਮਾਨਦਾਰ ਸਰਕਾਰ ਕੰਮ ਕਰ ਰਹੀ ਹੈ। ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਅਤੇ ਮਿਹਨਤ ਦੇ ਆਧਾਰ 'ਤੇ ਨੌਕਰੀਆਂ ਅਤੇ ਮੌਕੇ ਮਿਲ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਰਿਟ ਦੇ ਆਧਾਰ 'ਤੇ ਹੁਣ ਤੱਕ 67,037 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਹਰ ਨਿਯੁਕਤੀ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਜਾਂ ਪੱਖਪਾਤ ਤੋਂ ਬਿਨਾਂ ਕੀਤੀ ਗਈ ਹੈ।

ਸਿੱਖਿਆ ਕ੍ਰਾਂਤੀ ਤਹਿਤ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ, “ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਕੂਲ ਸਿੱਖਿਆ ਵਿੱਚ ਪੰਜਾਬ ਦੇਸ਼ ਭਰ ਵਿੱਚੋਂ 27ਵੇਂ ਸਥਾਨ 'ਤੇ ਸੀ। ਅੱਜ, ਨੀਤੀ ਆਯੋਗ ਅਨੁਸਾਰ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਕੇਰਲਾ ਵਰਗੇ ਸੂਬਿਆਂ ਨੂੰ ਪਛਾੜਦਿਆਂ ਪਹਿਲੇ ਨੰਬਰ 'ਤੇ ਕਬਜ਼ਾ ਕੀਤਾ ਹੈ। ਇਹ ਪ੍ਰਾਪਤੀ ਇਸ ਲਈ ਸੰਭਵ ਹੋਈ ਹੈ ਕਿਉਂਕਿ ਅਸੀਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਪੱਧਰੀ ਵਿਦਿਅਕ ਬੁਨਿਆਦੀ ਢਾਂਚਾ ਵਿਕਸਤ ਵਿੱਚ ਨਿਵੇਸ਼ ਕੀਤਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਦੇ ਸਕੂਲ ਹੁਣ ਅਤਿ-ਆਧੁਨਿਕ ਸਹੂਲਤਾਂ ਅਤੇ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਜਿਸ ਨਾਲ ਸਕੂਲਾਂ ਵਿੱਚ ਇੱਕ ਅਜਿਹਾ ਮਾਹੌਲ ਸਿਰਜਿਆ ਗਿਆ ਹੈ ਜੋ ਸਿੱਖਣ, ਨਵੀਨਤਾ ਅਤੇ ਉੱਤਮਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ, “ਵਿਦਿਆਰਥੀ ਹਰ ਖੇਤਰ ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾ ਰਹੇ ਹਨ ਕਿਉਂਕਿ ਉਹ ਹੁਣ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਪੰਜਾਬ ਦੇ ਸਿੱਖਿਆ ਖੇਤਰ ਵਿੱਚ ਜੋ ਤਬਦੀਲੀ ਆਈ ਹੈ ਉਹ ਬੇਮਿਸਾਲ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਅਧਿਆਪਕ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ, “ਸਾਡੇ ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੇ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕੀਤੀ ਹੈ। ਮੁੱਖ ਅਧਿਆਪਕਾਂ ਨੇ ਆਈਆਈਐਮ ਅਹਿਮਦਾਬਾਦ ਵਿੱਚ ਉੱਨਤ ਸਿਖਲਾਈ ਪ੍ਰਾਪਤ ਕੀਤੀ ਹੈ। ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ ਹੈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਸਾਡੇ ਅਧਿਆਪਕਾਂ ਦੀ ਮੁਹਾਰਤ ਵਿੱਚ ਵਾਧਾ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਦਾ ਉਦੇਸ਼ ਆਮ ਘਰਾਂ ਅਤੇ ਪਛੜੇ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ। ਉਨ੍ਹਾਂ ਕਿਹਾ, “ਇਹ ਸਕੂਲ ਆਫ਼ ਐਮੀਨੈਂਸ ਆਧੁਨਿਕ ਸਿੱਖਿਆ ਦੇ ਮੰਦਰਾਂ ਵਜੋਂ ਉੱਭਰ ਰਹੇ ਹਨ। ਇਹ ਵਿਦਿਆਰਥੀਆਂ ਦੇ ਜੀਵਨ ਨੂੰ ਰੌਸ਼ਨ ਕਰ ਰਹੇ ਹਨ ਅਤੇ ਅਜਿਹੇ ਮੌਕੇ ਸਿਰਜ ਕਰ ਰਹੇ ਹਨ ਜੋ ਪਹਿਲਾਂ ਬਹੁਤੇ ਪਰਿਵਾਰਾਂ ਲਈ ਉਪਲਬਧ ਨਹੀਂ ਸਨ। ਇਹਨਾਂ ਸਕੂਲਾਂ ਦੀ ਸਫਲਤਾ ਨੂੰ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ। ਇਹ ਸਰਕਾਰੀ ਸਿੱਖਿਆ ਪ੍ਰਣਾਲੀ ਪ੍ਰਤੀ ਲੋਕਾਂ ਦੇ ਵਧ ਰਹੇ ਭਰੋਸੇ ਦਾ ਪ੍ਰਤੱਖ ਪ੍ਰਮਾਣ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਪ੍ਰੋਗਰਾਮਾਂ, ਨੀਟ, ਜੇਈਈ, ਸੀਐਲਏਟੀ, ਐਨਆਈਐਫਟੀ ਅਤੇ ਕਈ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਆਪਣੇ ਬੱਚਿਆਂ ਨੂੰ ਸਿਰਫ਼ ਪ੍ਰੀਖਿਆਵਾਂ ਪਾਸ ਕਰਨ ਲਈ ਹੀ ਨਹੀਂ ਸਗੋਂ ਰਾਸ਼ਟਰੀ ਪੱਧਰ 'ਤੇ ਸਫਲਤਾਪੂਰਵਕ ਮੁਕਾਬਲਾ ਕਰਨ ਅਤੇ ਹਰ ਖੇਤਰ ਵਿੱਚ ਵੱਡੇ ਅਹੁਦੇ ਹਾਸਲ ਕਰਨ ਲਈ ਤਿਆਰ ਕਰ ਰਹੇ ਹਾਂ।”

ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਭਵਿੱਖ ਲਈ ਤਿਆਰ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਆਧੁਨਿਕ ਉਦਯੋਗਾਂ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ, “ਅਸੀਂ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਵਿੱਚ ਰੁਜ਼ਗਾਰਯੋਗਤਾ ਵਧਾਉਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਮੌਜੂਦਾ ਸਮੇਂ 25 ਨਵੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ। ਇਸ ਦੇ ਨਾਲ ਹੀ ਮੌਜੂਦਾ 13 ਆਈ.ਟੀ.ਆਈਜ਼ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ।”  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਰਕਾਰੀ ਪੌਲੀਟੈਕਨਿਕ ਕਾਲਜਾਂ ਦੇ ਆਧੁਨਿਕੀਕਰਨ ਲਈ 20 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ,“ਇਸ ਤੋਂ ਇਲਾਵਾ ਨੰਗਲ ਵਿਖੇ 23 ਕਰੋੜ ਰੁਪਏ ਦੀ ਲਾਗਤ ਨਾਲ ਕੈਪਟਨ ਅਮੋਲ ਕਾਲੀਆ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾ ਰਿਹਾ ਹੈ। ਇਹ ਸੰਸਥਾ ਅਤਿ ਆਧੁਨਿਕ ਹੁਨਰ ਵਿਕਾਸ ਅਤੇ ਉਦਯੋਗ-ਮੁਖੀ ਸਿਖਲਾਈ ਲਈ ਇੱਕ ਹੱਬ ਵਜੋਂ ਕੰਮ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਭਵਿੱਖੀ ਨੌਕਰੀਆਂ ਲਈ ਤਿਆਰ ਕਰਨ ਵਿੱਚ ਮਦਦ ਕਰੇਗੀ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ 91 ਪੌਲੀਟੈਕਨਿਕ ਕਾਲਜਾਂ ਵਿੱਚ ਸਮੈਸਟਰ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ,“ਇਹ ਪਹਿਲ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਉਦਯੋਗਾਂ ਸਬੰਧੀ ਵਿਹਾਰਕ ਅਨੁਭਵ ਹਾਸਲ ਕਰਨ ਅਤੇ ਨੌਕਰੀ ਲਈ ਲੋਂੜੀਦਾ ਹੁਨਰ ਪ੍ਰਾਪਤ ਕਰਨ ਯੋਗ ਬਣਾਉਂਦੀ ਹੈ। ਸਾਡਾ ਉਦੇਸ਼ ਸਿੱਖਿਆ ਅਤੇ ਰੋਜ਼ਗਾਰ ਵਿਚਕਾਰ ਪਾੜੇ ਨੂੰ ਪੂਰਨ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਨੂੰ ਤੇਜ਼ੀ ਨਾਲ ਬਦਲ ਰਹੀ ਆਰਥਿਕਤਾ ਦੀਆਂ ਚੁਣੌਤੀਆਂ ਲਈ ਪੂਰੀ ਤਰ੍ਹਾਂ ਤਿਆਰ ਕਰਨਾ ਵੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀਆਂ ਭਵਿੱਖ ਲਈ ਨੌਜਵਾਨਾਂ ਨੂੰ ਹੁਨਰਮੰਦ ਕਰਨ, ਰੋਜ਼ਗਾਰ ਯੋਗਤਾ ਵਧਾਉਣ ਅਤੇ ਸੂਬੇ ਦੇ ਨੌਜਵਾਨਾਂ ਲਈ ਵਧੇਰੇ ਮੌਕੇ ਸਿਰਜਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਕਰਮਚਾਰੀ ਆਗਾਮੀ ਸਾਲਾਂ ਵਿੱਚ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਆਪਣੇ ਲਈ ਵਿਲੱਖਣ ਸਥਾਨ ਬਣਾਉਣਗੇ।

ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਦ੍ਰਿੜਤਾ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਅੱਗੇ ਕਿਹਾ,"ਸਖ਼ਤ ਮਿਹਨਤ ਹੀ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਪੰਜਾਬ ਵਿਕਾਸ ਤੇ ਖੁਸ਼ਹਾਲੀ ਲਈ ਅਸੀਮ ਮੌਕੇ ਪ੍ਰਦਾਨ ਕਰਦਾ ਹੈ। ਤੁਹਾਨੂੰ ਆਪਣੀ ਵਿਲੱਖਣ ਪਛਾਣ ਬਣਾਉਣ ਅਤੇ ਸਮਾਜ 'ਤੇ ਸਕਾਰਾਤਮਕ ਛਾਪ ਛੱਡਣ ਲਈ ਨਿਰੰਤਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਕਦੇ ਵੀ ਸੁਪਨੇ ਦੇਖਣਾ ਬੰਦ ਨਹੀਂ ਕਰਨੇ ਚਾਹੀਦੇ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਲਗਾਤਾਰ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ।"

ਸਰਕਾਰ ਦੀ ਭੂਮਿਕਾ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਜ਼ਿੰਮੇਵਾਰੀ ਅਜਿਹੇ ਮੌਕੇ ਅਤੇ ਸਹਾਇਤਾ ਪ੍ਰਣਾਲੀਆਂ ਪ੍ਰਦਾਨ ਕਰਨਾ ਹੈ ਜੋ ਨੌਜਵਾਨਾਂ ਨੂੰ ਆਪਣੀਆਂ ਇੱਛਾਵਾਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਉਂਦੀਆਂ ਹਨ। ਉਨ੍ਹਾਂ ਅੱਗੇ ਕਿਹਾ,"ਇੱਕ ਹਵਾਈ ਅੱਡੇ ਦਾ ਰਨਵੇਅ ਜਹਾਜ਼ ਨੂੰ ਨਹੀਂ ਉਡਾਉਂਦਾ। ਇਹ ਸਿਰਫ ਇੱਕ ਸੁਚਾਰੂ ਉਡਾਣ ਲਈ ਸਹੂਲਤ ਪ੍ਰਦਾਨ ਕਰਦਾ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਇੱਕ ਯੋਗ ਵਾਤਾਵਰਣ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਯੋਗ ਬਣਾਉਂਦੀ ਹੈ। ਅਸੀਂ ਨੌਜਵਾਨ ਮਨਾਂ ਦੀਆਂ ਇੱਛਾਵਾਂ ਨੂੰ ਖੰਭ ਦੇ ਰਹੇ ਹਾਂ ਅਤੇ ਉਨ੍ਹਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।"

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਨੂੰ ਨਜਰਅੰਦਾਜ ਕਰਕੇ ਨਿਰੋਲ ਯੋਗਤਾ ਦੇ ਆਧਾਰ 'ਤੇ ਪ੍ਰਦਾਨ ਕੀਤੀਆਂ ਗਈਆਂ ਹਨ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਨੌਜਵਾਨ ਨੌਕਰੀ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਅੱਗੇ ਕਿਹਾ,“ਅਸੀਂ ਪੰਜਾਬ ਦੇ ਅੰਦਰ ਅਜਿਹੇ ਮੌਕੇ ਪੈਦਾ ਕਰਨਾ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਆਪਣੇ ਦੇਸ਼ ਵਿੱਚ ਰਹਿ ਕੇ ਆਪਣਾ ਭਵਿੱਖ ਤਿਆਰ ਕਰਨ। ਇਹ ਸਾਡੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਸਾਡੇ ਸੂਬੇ ਨੂੰ ਮਜ਼ਬੂਤੀ ਦੇਣ ਲਈ ਬਹੁਤ ਜ਼ਰੂਰੀ ਹੈ। ਅਸਲ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ, ਪਹਿਲਾਂ ਹੀ ਅਨੇਕਾਂ ਨੌਜਵਾਨ ਵਿਦੇਸ਼ਾਂ ਤੋਂ ਵਾਪਸ ਆਪਣੇ ਦੇਸ਼ ਪਰਤ ਰਹੇ ਹਨ ਅਤੇ ਕਈ ਨੌਜਵਾਨ ਵਿਦੇਸ਼ਾਂ ਤੋਂ ਹੀ ਆਪਣੀ ਮਾਤ-ਭੂਮੀ ਦੀ ਸੇਵਾ ਕਰਨ ਦੇ ਨਾਲ-ਨਾਲ ਆਪਣੇ ਦੇਸ਼ ਲਈ ਅਹਿਮ ਯੋਗਦਾਨ ਪਾ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਉਨ੍ਹਾਂ ਲਈ ਕੋਈ ਅਹਿਸਾਨ ਨਹੀਂ ਸਗੋਂ ਯੋਗ ਉਮੀਦਵਾਰਾਂ ਦਾ ਸਹੀ ਮਾਇਨੇ ਵਿੱਚ ਬਣਦਾ ਹੱਕ ਹਨ। ਉਨ੍ਹਾਂ ਅੱਗੇ ਕਿਹਾ,“ਇਹ ਨੌਜਵਾਨ ਆਪਣੀ ਯੋਗਤਾ ਅਤੇ ਸਖ਼ਤ ਮਿਹਨਤ ਸਦਕਾ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ। ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਉਨ੍ਹਾਂ ਵੱਲ ਧਿਆਨ ਨਹੀਂ ਦਿੱਤਾ। ਅੱਜ ਇਹ ਨੌਜਵਾਨ ਆਪਣੀ ਯੋਗਤਾ ਦੇ ਆਧਾਰ 'ਤੇ ਸਫਲ ਹੋਏ ਹਨ ਅਤੇ ਇਹ ਹਰ ਪੰਜਾਬੀ ਲਈ ਵੱਡੇ ਮਾਣ ਵਾਲੀ ਗੱਲ ਹੈ।”

ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸਰਕਾਰੀ ਪ੍ਰਣਾਲੀ ਦੇ ਸਰਗਰਮ ਅਤੇ ਸਮਰਪਿਤ ਮੈਂਬਰ ਬਣਨ ਅਤੇ ਪੂਰੇ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਉਨ੍ਹਾਂ ਅੱਗੇ ਕਿਹਾ “ਹੁਣ ਜਦੋਂ ਤੁਸੀਂ ਸਰਕਾਰੀ ਪਰਿਵਾਰ ਦਾ ਹਿੱਸਾ ਬਣ ਗਏ ਹੋ, ਤੁਹਾਡਾ ਫਰਜ਼ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਹੈ। ਆਪਣੀ ਕਲਮ ਅਤੇ ਅਧਿਕਾਰ ਦੀ ਵਰਤੋਂ ਲੋੜਵੰਦਾਂ, ਦੱਬੇ-ਕੁਚਲੇ ਲੋਕਾਂ ਅਤੇ ਉਨ੍ਹਾਂ ਲੋਕਾਂ ਦੀ ਮਦਦ ਲਈ ਕਰੋ ਜਿਨ੍ਹਾਂ ਨੂੰ ਸਰਕਾਰ ਤੋਂ ਸਹਾਇਤਾ ਦੀ ਲੋੜ ਹੈ। ਇਸ ਦੇ ਨਾਲ ਹੀ ਇਹ ਯਕੀਨੀ ਬਣਾਓ ਕਿ ਸਮਾਜ ਦੇ ਹਰ ਵਰਗ ਨੂੰ ਤੁਹਾਡੀਆਂ ਸੇਵਾਵਾਂ ਦਾ ਲਾਭ ਮਿਲੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ ਅਤੇ ਉਮੀਦਵਾਰਾਂ ਨੇ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਸਫਲ ਹੋਣ ਤੋਂ ਬਾਅਦ ਹੀ ਰੋਜ਼ਗਾਰ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇੱਕੋ-ਇੱਕ ਏਜੰਡਾ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸਸ਼ਕਤ ਬਣਾਉਣਾ ਰਿਹਾ ਹੈ। ਅੱਜ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਤੁਸੀਂ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਗਏ ਹੋ।”

ਮੁੱਖ ਮੰਤਰੀ ਨੇ ਠੇਕਾ ਅਧਾਰਤ ਕਰਮਚਾਰੀਆਂ ਬਾਰੇ ਪੰਜਾਬ ਸਰਕਾਰ ਦੇ ਇਤਿਹਾਸਕ ਫੈਸਲੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, ‘‘ਇੱਕ ਵੱਡੇ ਲੋਕ-ਪੱਖੀ ਫੈਸਲੇ ਵਿੱਚ ਸੂਬਾ ਸਰਕਾਰ ਨੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ ਅਤੇ ਲਗਭਗ 65000 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਵਿੱਢਣ ਦਾ ਫੈਸਲਾ ਕੀਤਾ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 65000 ਤੋਂ ਵੱਧ ਠੇਕਾ ਅਧਾਰਤ ਕਰਮਚਾਰੀਆਂ ਨੇ ਆਪਣੀ ਜ਼ਿੰਦਗੀ ਦੇ ਅਹਿਮ ਸਾਲ ਪੰਜਾਬ ਦੀ ਸੇਵਾ ਲਈ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ,‘‘ਇਨ੍ਹਾਂ ਕਰਮਚਾਰੀਆਂ ਨੇ ਸੂਬੇ ਲਈ ਅਣਥੱਕ ਮਿਹਨਤ ਕੀਤੀ ਹੈ। ਇਹ ਬਿਲਕੁਲ ਵਾਜਿਬ ਹੈ ਕਿ ਉਨ੍ਹਾਂ ਨੂੰ ਆਪਣੇ ਰੁਜ਼ਗਾਰ ਵਿੱਚ ਮਾਣ, ਸੁਰੱਖਿਆ ਅਤੇ ਸਥਿਰਤਾ ਮਿਲੇ। ਉਨ੍ਹਾਂ ਕਿਹਾ ਕਿ ਹੁਣ ਕਰਮਚਾਰੀਆਂ ਅਤੇ ਸੂਬਾ ਸਰਕਾਰ ਵਿਚਕਾਰ ਕੋਈ ਠੇਕੇਦਾਰ ਨਹੀਂ ਰਹੇਗਾ,।’’

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਹੁਣ ਸਿੱਧਾ ਰੁਜ਼ਗਾਰ, ਵਧੇਰੇ ਮਾਣ-ਸਨਮਾਨ ਅਤੇ ਸਥਾਈ ਸੇਵਾ ਲਈ ਸਪੱਸ਼ਟ ਰਸਤਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਿੱਜੀ ਠੇਕੇਦਾਰਾਂ ਰਾਹੀਂ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਿੱਧੇ ਤੌਰ ’ਤੇ ਰਾਜ ਰੁਜ਼ਗਾਰ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, ‘‘ਪੰਜ ਸਾਲ ਲਗਾਤਾਰ ਆਊਟਸੋਰਸ  ’ਤੇ ਕੰਮ ਕਰਨ ਤੋਂ ਬਾਅਦ, ਕਰਮਚਾਰੀ ਸਿੱਧੇ  ਸਰਕਾਰ ਅੰਦਰ ਰੁਜ਼ਗਾਰ ਲਈ ਯੋਗ ਹੋ ਜਾਣਗੇ। ਇਸ ਤੋਂ ਬਾਅਦ, 10 ਸਾਲ ਦੀ ਠੇਕਾ ਸੇਵਾ ਪੂਰੀ ਕਰਨ ਤੋਂ ਬਾਅਦ, ਉਨ੍ਹਾਂ ਨੂੰ ਰੈਗੂਲਰ ਮਨਜ਼ੂਰਸ਼ੁਦਾ ਅਸਾਮੀਆਂ ਦੇ ਵਿਰੁੱਧ ਰੈਗੂਲਰ ਕਰਨ ਲਈ ਵਿਚਾਰਿਆ ਜਾਵੇਗਾ,।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਸਾਕਾਰਤਮਕ ਬਦਲਾਅ ਨੂੰ ਸੁਚਾਰੂ ਬਣਾਉਣ ਲਈ ਦੋ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ। “ਪਹਿਲਾ ਕਾਨੂੰਨ ਆਊਟਸੋਰਸਡ ਰੁਜ਼ਗਾਰ ਤੋਂ ਸਿੱਧੇ ਸਰਕਾਰ ਅੰਦਰ ਠੇਕੇ ’ਤੇ ਰੁਜ਼ਗਾਰ ਵਿੱਚ ਤਬਦੀਲੀ ਨੂੰ ਨਿਯੰਤਰਿਤ ਕਰੇਗਾ। ਦੂਜਾ ਕਾਨੂੰਨ ਪ੍ਰਵਾਨਿਤ ਅਸਾਮੀਆਂ ਦੇ ਵਿਰੁੱਧ ਸਿੱਧੇ ਠੇਕਾ ਅਧਾਰਤ ਰੁਜ਼ਗਾਰ ਤੋਂ ਰੈਗੂਲਰ ਸੇਵਾ ਤੱਕ ਦਾ ਰਸਤਾ ਪੱਧਰਾ ਕਰੇਗਾ। ਇਹ ਇੱਕ ਇਤਿਹਾਸਕ ਕਦਮ ਹੈ ਜੋ ਹਜ਼ਾਰਾਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਵਿੱਚ ਮਿਸਾਲੀ ਤਬਦੀਲੀ ਲਿਆਵੇਗਾ।”

ਇਸ ਦੌਰਾਨ, ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਨਵੇਂ ਭਰਤੀ ਹੋਏ ਉਮੀਦਵਾਰਾਂ ਨੇ ਪੂਰੀ ਤਰ੍ਹਾਂ ਯੋਗਤਾ-ਅਧਾਰਤ, ਸੁਤੰਤਰ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ।

ਉਨ੍ਹਾਂ ਕਿਹਾ ਕਿ ਰਾਜਨੀਤਿਕ ਸਮਰਥਨ, ਸਿਫਾਰਸ਼ਾਂ ਜਾਂ ਰਿਸ਼ਵਤਖੋਰੀ ਤੋਂ ਬਿਨਾਂ ਸਰਕਾਰੀ ਨੌਕਰੀ ਪ੍ਰਾਪਤ ਕਰਨਾ ਆਖਰਕਾਰ ਇੱਕ ਹਕੀਕਤ ਬਣ ਗਿਆ ਹੈ ਅਤੇ ਪੰਜਾਬ ਦੀ ਰੁਜ਼ਗਾਰ ਪ੍ਰਣਾਲੀ ਵਿੱਚ ਇੱਕ ਵੱਡੀ ਤਬਦੀਲੀ ਨੂੰ ਦਰਸਾਉਂਦਾ ਹੈ।

ਧੂਰੀ ਤੋਂ ਰਣਜੋਧ ਸਿੰਘ ਨੇ ਪੱਖਪਾਤ ਦੀ ਬਜਾਏ ਯੋਗਤਾ ਨੂੰ ਤਰਜੀਹ ਦੇਣ ਅਤੇ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਇਸੇ ਤਰ੍ਹਾਂ ਦੀਆਂ ਭਾਵਨਾਵਾਂ ਨੂੰ ਦੁਹਰਾਉਂਦਿਆਂ ਪਟਿਆਲਾ ਦੇ ਪਿੰਡ ਬੂਟਾ ਸਿੰਘ ਵਾਲਾ ਦੇ ਇੱਕ ਸਾਬਕਾ ਸੈਨਿਕ ਕਾਲਾ ਸਿੰਘ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੋਈ ਹੇਰਾਫੇਰੀ ਦੀ ਬਿਲਕੁਲ ਵੀ ਗੁੰਜਾਇਸ਼ ਨਹੀਂ ਸੀ।

ਅੰਮ੍ਰਿਤਸਰ ਤੋਂ ਮਨਪ੍ਰੀਤ ਕੌਰ ਨੇ ਇਸ ਦਿਨ ਨੂੰ ਆਪਣੇ ਅਤੇ ਆਪਣੇ ਪਰਿਵਾਰ ਲਈ ਇਤਿਹਾਸਕ ਦੱਸਿਆ। ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਸਨੇ ਕਿਹਾ ਕਿ ਉਸਨੇ ਬਿਨਾਂ ਕਿਸੇ ਸਿਫ਼ਾਰਿਸ਼ ਜਾਂ ਰਿਸ਼ਵਤ ਦੇ ਨੌਕਰੀ ਪ੍ਰਾਪਤ ਕੀਤੀ ਹੈ ਅਤੇ ਉਸਨੂੰ ਮਿਹਨਤ ਦਾ ਫਲ ਮਿਲਿਆ ਹੈ। ਉਸਨੇ ਅੱਗੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਬਹੁਤ ਸਾਰੇ ਪਰਿਵਾਰਾਂ ਲਈ ਲੰਬੇ ਸਮੇਂ ਤੋਂ ਆ ਰਹੀਆਂ ਰੁਕਾਵਟਾਂ ਨੂੰ ਤੋੜਿਆ ਹੈ ਅਤੇ ਨੌਜਵਾਨਾਂ ਵਿੱਚ ਵਿਸ਼ਵਾਸ ਬਹਾਲ ਕੀਤਾ ਹੈ। ”

ਮੋਹਾਲੀ ਤੋਂ ਪਰਮੀਤ ਕੌਰ ਨੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੀ ਆਪਣੇ ਪਰਿਵਾਰ ਦੀ ਪਹਿਲੀ ਮੈਂਬਰ ਬਣਨ ’ਤੇ ਬਹੁਤ ਖੁਸ਼ੀ ਪ੍ਰਗਟਾਈ। ਉਸਨੇ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ ਅਤੇ ਇਸ ਮੌਕੇ ਨੇ ਉਸਦੇ ਪਰਿਵਾਰ ਦਾ ਭਵਿੱਖ ਬਦਲ ਦਿੱਤਾ ਹੈ।

ਇੱਕ ਹੋਰ ਪ੍ਰੇਰਣਾਦਾਇਕ ਉਦਾਹਰਣ ਵਿੱਚ ਇੱਕ ਚੌਕੀਦਾਰ ਦੇ ਪੁੱਤਰ ਨੇ ਆਪਣੀ ਚੌਥੀ ਸਰਕਾਰੀ ਨੌਕਰੀ ਨੂੰ ਪੂਰੀ ਤਰ੍ਹਾਂ ਯੋਗਤਾ ਦੁਆਰਾ ਪ੍ਰਾਪਤ ਕੀਤੀ ਦੱਸਿਆ। ਉਸਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਉਸਦੇ ਬਹੁਤ ਸਾਰੇ ਐਨਆਰਆਈ ਦੋਸਤਾਂ ਨੂੰ ਪੰਜਾਬ ਵਾਪਸ ਆਉਣ ਅਤੇ ਸਰਕਾਰੀ ਨੌਕਰੀਆਂ ਲਈ ਅਰਜ਼ੀ ਦੇਣ ਬਾਰੇ ਵਿਚਾਰ ਕਰਨ ਲਈ ਉਤਸ਼ਾਹਿਤ ਕੀਤਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ਕਈ ਹੋਰ ਪਤਵੰਤੇ ਮੌਜੂਦ ਸਨ।


*ਭਗਵੰਤ ਮਾਨ ਸਰਕਾਰ ਨੇ ਯੋਗਤਾ ਦੇ ਆਧਾਰ ’ਤੇ 67037 ਨੌਕਰੀਆਂ ਪੈਦਾ ਕੀਤੀਆਂ, 25 ਨਵੀਆਂ ਆਈ.ਟੀ.ਆਈਜ਼ ਨਾਲ ਹੁਨਰ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਅਤੇ ਤਕਨੀਕੀ ਸਿੱਖਿਆ ਵਿੱਚ ਵੱਡਾ ਨਿਵੇਸ਼ ਕੀਤਾ*

*ਭਗਵੰਤ ਮਾਨ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ*

• ਸਾਲ 2022 ਤੋਂ ਲੈ ਕੇ ਹੁਣ ਤੱਕ 67,037 ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ, ਪਾਰਦਰਸ਼ਤਾ ਅਤੇ ਬਿਨਾਂ ਕਿਸੇ ਸਿਫ਼ਾਰਸ਼ ਤੋਂ ਪ੍ਰਦਾਨ ਕੀਤੀਆਂ ਗਈਆਂ ਹਨ।

• ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਸਰਕਾਰ ਦੀ ਰੁਜ਼ਗਾਰ ਮੁਹਿੰਮ ਦਾ ਲਾਭ ਹੋਇਆ ਹੈ।

• ਕਈ ਵਿਭਾਗਾਂ ਵਿੱਚ ਭਰਤੀ ਜਾਰੀ ਹੈ, ਜਿਸ ਵਿੱਚ ਹੋਰ ਨੌਕਰੀਆਂ ਦੀ ਭਰਤੀ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।

• ਕਈ ਉਮੀਦਵਾਰਾਂ ਨੇ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਕਈ ਵਾਰ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ, ਜੋ ਭਰਤੀ ਪ੍ਰਣਾਲੀ ਵਿੱਚ ਲੋਕਾਂ ਦੇ ਭਰੋਸੇ ਦਾ ਪ੍ਰਤੱਖ ਪ੍ਰਮਾਣ ਹੈ।

*ਹੁਨਰ ਵਿਕਾਸ ਅਤੇ ਤਕਨੀਕੀ ਸਿੱਖਿਆ ਸੁਧਾਰ*

• ਪੰਜਾਬ ਭਰ ਵਿੱਚ 25 ਨਵੀਆਂ ਆਈ.ਟੀ.ਆਈਜ਼ ਨਿਰਮਾਣ ਅਧੀਨ ਹਨ।

• 13 ਮੌਜੂਦਾ ਆਈ.ਟੀ.ਆਈਜ਼ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ।

• ਸਰਕਾਰੀ ਪੌਲੀਟੈਕਨਿਕ ਕਾਲਜਾਂ ਦੇ ਆਧੁਨਿਕੀਕਰਨ ’ਤੇ 20 ਕਰੋੜ ਖਰਚ ਕੀਤੇ ਗਏ।

• ਸਰਕਾਰੀ ਪੌਲੀਟੈਕਨਿਕ ਇਮਾਰਤਾਂ ਦੀ ਉਸਾਰੀ, ਮੁਰੰਮਤ ਅਤੇ ਨਵੀਨੀਕਰਨ ਵਿੱਚ 12 ਕਰੋੜ ਦਾ ਨਿਵੇਸ਼ ਕੀਤਾ ਗਿਆ।

• ਆਈਆਈਟੀ ਰੋਪੜ ਦੇ ਸਹਿਯੋਗ ਨਾਲ 8 ਸਰਕਾਰੀ ਪੌਲੀਟੈਕਨਿਕਾਂ ਵਿੱਚ ਸਾਈਬਰ-ਫਿਜ਼ੀਕਲ ਸਿਸਟਮ ਲੈਬ ਸਥਾਪਤ ਕੀਤੀਆਂ ਜਾ ਰਹੀਆਂ ਹਨ।

• 5 ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬ ਸਥਾਪਤ ਕੀਤੀਆਂ ਗਈਆਂ ਹਨ।

• ਨੰਗਲ ਵਿਖੇ 23 ਕਰੋੜ ਦੀ ਲਾਗਤ ਨਾਲ ਕੈਪਟਨ ਅਮੋਲ ਕਾਲੀਆ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾ ਰਿਹਾ ਹੈ।
• ਸਰਦੂਲਗੜ੍ਹ ਵਿਖੇ 17 ਕਰੋੜ ਦੀ ਲਾਗਤ ਨਾਲ ਨਵੀਂ ਆਈਟੀਆਈ ਬਣਾਈ ਜਾ ਰਹੀ ਹੈ।

• ਉਦਯੋਗ ਦੇ ਹਾਣ ਦਾ ਬਣਾਉਣ ਅਤੇ ਨੌਕਰੀ ਲਈ ਤਿਆਰ ਹੁਨਰ ਪ੍ਰਦਾਨ ਕਰਨ ਲਈ ਸਾਰੇ 91 ਪੌਲੀਟੈਕਨਿਕ ਕਾਲਜਾਂ ਵਿੱਚ ਸਮੈਸਟਰ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

ਚੰਡੀਗੜ੍ਹ : ਰੰਗ, ਪੇਂਟ ਬੁਰਸ਼ ਅਤੇ ਸਕੈੱਚ ਬੁੱਕ ਭਾਵੇਂ ਅਸਧਾਰਨ ਸਾਧਨ ਲੱਗਣ, ਪਰ ਇਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।

ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਚੱਲ ਰਹੇ 30 ਸਰਕਾਰੀ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰਾਂ ਵਿੱਚ ਆਰਟ ਥੈਰੇਪੀ ਸੈਸ਼ਨ ਮਰੀਜ਼ਾਂ ਦੀ ਰਿਕਵਰੀ ਅਤੇ ਪੁਨਰਵਾਸ ਪ੍ਰਕਿਰਿਆ ਨੂੰ ਮਜ਼ਬੂਤ ਕਰ ਰਹੇ ਹਨ। ਇਹ ਸੈਸ਼ਨ ਮਰੀਜ਼ਾਂ ਨੂੰ ਨਸ਼ਾ ਛੱਡਣ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨਾਲ ਨਜਿੱਠਣ, ਆਪਣੀਆਂ ਭਾਵਨਾਵਾਂ ਨੂੰ ਰਚਨਾਤਮਕ ਢੰਗ ਨਾਲ ਪ੍ਰਗਟ ਕਰਨ ਅਤੇ ਮੁੜ ਆਤਮ-ਵਿਸ਼ਵਾਸ ਪ੍ਰਾਪਤ ਕਰਨ ਵਿੱਚ ਮੱਦਦ ਕਰ ਰਹੇ ਹਨ।

ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸਮੁੱਚੀ ਪੁਨਰਵਾਸ ਯੋਜਨਾ ਤਹਿਤ, ਨਸ਼ੇ ਦੇ ਮਾੜੇ ਪ੍ਰਭਾਵਾਂ ਦੀ ਰੋਕਥਾਮ ਅਤੇ ਉਨ੍ਹਾਂ ਨੂੰ ਘਟਾਉਣ ਲਈ ਸਮਰਪਿਤ ਭਾਰਤ ਦੀ ਪਹਿਲੀ ਫੈਲੋਸ਼ਿਪ ਵਜੋਂ ਸਕੈਚਿੰਗ, ਪੇਂਟਿੰਗ, ਰੰਗ ਭਰਨਾ ਅਤੇ ਹਸਤ-ਕਲਾ ਤਿਆਰ ਕਰਨ ਵਰਗੀਆਂ ਕਲਾ-ਆਧਾਰਿਤ ਗਤੀਵਿਧੀਆਂ ਨੂੰ ਡਾਕਟਰੀ ਇਲਾਜ ਅਤੇ ਕਾਊਂਸਲਿੰਗ ਦੇ ਨਾਲ-ਨਾਲ ਅਪਣਾਇਆ ਜਾ ਰਿਹਾ ਹੈ। ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰਾਂ ਵਿੱਚ ਦਾਖ਼ਲ ਮਰੀਜ਼ਾਂ ਵਿੱਚ ਕਲਾ-ਆਧਾਰਿਤ ਥੈਰੇਪੀ ਬਹੁਤ ਹੀ ਸਕਾਰਾਤਮਕ ਅਤੇ ਉਤਸ਼ਾਹਜਨਕ ਨਤੀਜੇ ਦੇ ਰਹੀ ਹੈ।

ਇਨ੍ਹਾਂ ਕੇਂਦਰਾਂ ਵਿੱਚ ਮਰੀਜ਼ ਹਰ ਹਫ਼ਤੇ ਨਿਰਧਾਰਤ ਸਮੇਂ ਲਈ ਕਲਾ-ਸਬੰਧੀ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਹਨ। ਉਨ੍ਹਾਂ ਦੀਆਂ ਕਲਾਕ੍ਰਿਤੀਆਂ ਅਕਸਰ ਉਨ੍ਹਾਂ ਦੇ ਨਿੱਜੀ ਜੀਵਨ, ਪਿਆਰਿਆਂ ਦੀਆਂ ਯਾਦਾਂ, ਸੰਘਰਸ਼ਾਂ ਅਤੇ ਆਮ ਜੀਵਨ ਜਿਉਣ ਦੀਆਂ ਇੱਛਾਵਾਂ ਨੂੰ ਦਰਸਾਉਂਦੀਆਂ ਹਨ।

ਨਸ਼ੇ ਦੀ ਲਤ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਵਿੱਚ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ ਉਨ੍ਹਾਂ ਨੂੰ ਆਪਣੀਆਂ ਦੱਬੀਆਂ ਹੋਈਆਂ ਭਾਵਨਾਵਾਂ, ਤਜਰਬਿਆਂ ਅਤੇ ਮਨੋਭਾਵਾਂ ਨੂੰ ਪ੍ਰਗਟ ਕਰਨ ਲਈ ਪ੍ਰੇਰਿਤ ਕਰਨਾ। ਆਰਟ ਥੈਰੇਪੀ ਇਸ ਦੂਰੀ ਨੂੰ ਘਟਾਉਣ ਵਿੱਚ ਪ੍ਰਭਾਵਸ਼ਾਲੀ ਸਾਬਤ ਹੋ ਰਹੀ ਹੈ।

ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਸਥਿਤ ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਕੇਂਦਰ ਦੀ ਕਾਊਂਸਲਰ ਭਾਵਨਾ ਸ਼ਰਮਾ ਕਹਿੰਦੀ ਹੈ, “ਜਦੋਂ ਮਰੀਜ਼ ਸਾਡੇ ਕੋਲ ਆਉਂਦੇ ਹਨ ਤਾਂ ਉਹ ਬਹੁਤ ਘੱਟ ਗੱਲ ਕਰਦੇ ਹਨ। ਉਹ ਚਿੰਤਾ ਨਾਲ ਗ੍ਰਸਤ ਹੁੰਦੇ ਹਨ ਅਤੇ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨ ਵਿੱਚ ਮੁਸ਼ਕਲ ਮਹਿਸੂਸ ਕਰਦੇ ਹਨ। ਆਰਟ ਥੈਰੇਪੀ ਸੈਸ਼ਨਾਂ ਦੌਰਾਨ ਉਹ ਰੰਗ ਭਰਨ ਅਤੇ ਚਿੱਤਰਕਾਰੀ ਵਰਗੀਆਂ ਗਤੀਵਿਧੀਆਂ ਰਾਹੀਂ ਆਪਣੀਆਂ ਭਾਵਨਾਵਾਂ ਪ੍ਰਗਟ ਕਰਨਾ ਸ਼ੁਰੂ ਕਰ ਦਿੰਦੇ ਹਨ। ਅਸੀਂ ਮਲਟੀਮੋਡਲ ਆਰਟ ਥੈਰੇਪੀ, ਵਿਜ਼ੂਅਲ ਆਰਟ ਥੈਰੇਪੀ, ਐਕਸਪ੍ਰੈਸਿਵ ਆਰਟ ਥੈਰੇਪੀ ਅਤੇ ਮਾਈਂਡਫੁਲਨੈੱਸ-ਅਧਾਰਿਤ ਕਲਾ ਗਤੀਵਿਧੀਆਂ ਸ਼ੁਰੂ ਕੀਤੀਆਂ ਹਨ, ਤਾਂ ਜੋ ਮਰੀਜ਼ ਆਪਣੀਆਂ ਭਾਵਨਾਵਾਂ ਨੂੰ ਸਮਝ ਸਕਣ, ਨਸ਼ਾ-ਮੁਕਤ ਜੀਵਨ ਵੱਲ ਆਪਣੀ ਯਾਤਰਾ ਦੀ ਯੋਜਨਾ ਬਣਾ ਸਕਣ ਅਤੇ ਭਵਿੱਖ ਪ੍ਰਤੀ ਆਸ਼ਾਵਾਦੀ ਰਹਿ ਸਕਣ।”

ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਸਥਿਤ ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਕੇਂਦਰ ਦੀ ਇੱਕ ਹੋਰ ਕਾਊਂਸਲਰ ਨਵਨੀਤ ਕੌਰ ਦਾ ਕਹਿਣਾ ਹੈ ਕਿ ਇਹ ਸੈਸ਼ਨ ਮਰੀਜ਼ਾਂ ਨੂੰ ਰਿਕਵਰੀ ਦੌਰਾਨ ਸਕਾਰਾਤਮਕ ਬਣਾਈ ਰੱਖਣ ਵਿੱਚ ਵੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ,“ਰਿਕਵਰੀ ਦੌਰਾਨ ਬਹੁਤ ਸਾਰੇ ਲੋਕ ਆਪਣੇ ਆਪ ਨੂੰ ਪ੍ਰਗਟ ਕਰਨ ਵਿੱਚ ਮੁਸ਼ਕਲ ਮਹਿਸੂਸ ਕਰਦੇ ਹਨ। ਆਰਟ ਥੈਰੇਪੀ ਉਨ੍ਹਾਂ ਨੂੰ ਚਿੱਤਰਕਾਰੀ, ਰੰਗ ਭਰਨ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਰਾਹੀਂ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਦਾ ਇੱਕ ਸੁਰੱਖਿਅਤ ਮਾਧਿਅਮ ਪ੍ਰਦਾਨ ਕਰਦੀ ਹੈ। ਅਸੀਂ ਦੇਖਿਆ ਹੈ ਕਿ ਅਜਿਹੇ ਮਰੀਜ਼ ਵਧੇਰੇ ਸ਼ਾਂਤ ਹੋ ਜਾਂਦੇ ਹਨ ਅਤੇ ਉਨ੍ਹਾਂ ਵਿੱਚ ਅੰਦਰੂਨੀ ਸਕੂਨ ਦੀ ਭਾਵਨਾ ਵਿਕਸਿਤ ਹੁੰਦੀ ਹੈ।”

ਉਨ੍ਹਾਂ ਨੇ ਐਲਐਮਐਚਪੀ ਫੈਲੋਸ਼ਿਪ ਵਰਗੀ ਨਵੀਨਤਾਕਾਰੀ ਪਹਿਲ ਦੀ ਵੀ ਸ਼ਲਾਘਾ ਕੀਤੀ, ਜਿਸ ਰਾਹੀਂ ਮਨੋਵਿਗਿਆਨ ਅਤੇ ਸਮਾਜਿਕ ਕਾਰਜ ਦੇ ਖੇਤਰ ਨਾਲ ਜੁੜੇ ਨੌਜਵਾਨ, ਪੇਸ਼ੇਵਰ ਸਰਕਾਰੀ ਸਿਹਤ ਸੰਸਥਾਵਾਂ ਤੱਕ ਆਧੁਨਿਕ ਮਾਨਸਿਕ ਸਿਹਤ ਸੇਵਾਵਾਂ ਪਹੁੰਚਾ ਰਹੇ ਹਨ।

ਇਲਾਜ ਪ੍ਰਾਪਤ ਕਰ ਰਹੇ ਮਰੀਜ਼ਾਂ ਦਾ ਕਹਿਣਾ ਹੈ ਕਿ ਆਰਟ ਥੈਰੇਪੀ ਦੇ ਲਾਭ ਸਿਰਫ਼ ਕਲਾ ਕਮਰੇ ਤੱਕ ਸੀਮਿਤ ਨਹੀਂ ਹਨ। ਕਈ ਮਰੀਜ਼ਾਂ ਦਾ ਮੰਨਣਾ ਹੈ ਕਿ ਇਹ ਸੈਸ਼ਨ ਉਨ੍ਹਾਂ ਦਾ ਧਿਆਨ ਨਸ਼ੇ ਦੀ ਤਲਬ ਤੋਂ ਹਟਾਉਣ ਅਤੇ ਆਤਮ-ਵਿਸ਼ਵਾਸ ਮੁੜ ਹਾਸਲ ਕਰਨ ਵਿੱਚ ਮਦਦ ਕਰਦੇ ਹਨ।

ਤਰਨ ਤਾਰਨ ਦੇ ਇੱਕ ਨਸ਼ਾ ਮੁਕਤੀ ਲਾਭਪਾਤਰੀ ਗੁਰਤੇਜ ਸਿੰਘ (ਬਦਲਿਆ ਹੋਇਆ ਨਾਮ) ਨੇ ਕਿਹਾ, “ਜਦੋਂ ਤੋਂ ਮੈਨੂੰ ਆਰਟ ਥੈਰੇਪੀ, ਫੁੱਲਾਂ ਦੇ ਗੁਲਦਸਤੇ ਬਣਾਉਣ, ਰੰਗ ਭਰਨ ਅਤੇ ਪੇਂਟਿੰਗ ਵਰਗੀਆਂ ਗਤੀਵਿਧੀਆਂ ਨਾਲ ਜਾਣੂ ਕਰਵਾਇਆ ਗਿਆ ਹੈ, ਮੈਨੂੰ ਅਹਿਸਾਸ ਹੋਇਆ ਹੈ ਕਿ ਅਜਿਹੀਆਂ ਛੋਟੀਆਂ-ਛੋਟੀਆਂ ਸੁੰਦਰ ਚੀਜ਼ਾਂ ਵੀ ਜੀਵਨ ਵਿੱਚ ਵੱਡਾ ਬਦਲਾਅ ਲਿਆ ਸਕਦੀਆਂ ਹਨ। ਮੇਰੇ ਮਾਮਲੇ ਵਿੱਚ ਇਸ ਨਾਲ ਨਸ਼ਾ ਛੱਡਣ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਤੋਂ ਉਭਰਨ ਵਿੱਚ ਬਹੁਤ ਮਦਦ ਮਿਲੀ। ਹੁਣ ਮੇਰੇ ਮਨ ਵਿੱਚ ਨਕਾਰਾਤਮਕ ਵਿਚਾਰ ਨਹੀਂ ਆਉਂਦੇ ਅਤੇ ਮੈਂ ਪੂਰੀ ਤਰ੍ਹਾਂ ਸ਼ਾਂਤ ਮਹਿਸੂਸ ਕਰਦਾ ਹਾਂ।”

ਸਰਕਾਰੀ ਨਸ਼ਾ ਮੁਕਤੀ ਅਤੇ ਪੁਨਰਵਾਸ ਪ੍ਰੋਗਰਾਮ ਦੇ ਇੱਕ ਹੋਰ ਲਾਭਪਾਤਰੀ ਰੁਪਿੰਦਰ ਸਿੰਘ (ਬਦਲਿਆ ਹੋਇਆ ਨਾਮ), ਜੋ ਰਾਜਾ ਸਾਂਸੀ ਦੇ ਵਸਨੀਕ ਹਨ ਅਤੇ ਇਸ ਵੇਲੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪੁਨਰਵਾਸ ਕੇਂਦਰ ਵਿੱਚ ਦਾਖ਼ਲ ਹਨ, ਨੇ ਕਿਹਾ, “ਆਰਟ ਥੈਰੇਪੀ ਨੇ ਮੈਨੂੰ ਮਾਨਸਿਕ ਸ਼ਾਂਤੀ ਦਿੱਤੀ ਹੈ। ਪਹਿਲਾਂ ਮੈਂ ਲਗਾਤਾਰ ਡਿਪਰੈਸ਼ਨ ਵਿੱਚ ਰਹਿੰਦਾ ਸੀ। ਸਕੂਲ ਦੇ ਦਿਨਾਂ ਵਿੱਚ ਹੀ ਮੈਂ ਨਸ਼ਿਆਂ ਦਾ ਆਦੀ ਹੋ ਗਿਆ ਸੀ। ਇੱਥੇ ਮਿਲੇ ਇਲਾਜ ਤੋਂ ਮੈਨੂੰ ਬਹੁਤ ਲਾਭ ਹੋਇਆ ਹੈ। ਖ਼ਾਸ ਤੌਰ ’ਤੇ ਆਰਟ ਥੈਰੇਪੀ ਨੇ ਮੇਰਾ ਧਿਆਨ ਨਸ਼ੇ ਵੱਲ ਜਾਣ ਵਾਲੀ ਕਿਸੇ ਵੀ ਇੱਛਾ ਤੋਂ ਦੂਰ ਕਰ ਦਿੱਤਾ। ਹੁਣ ਮੈਂ ਵਧੇਰੇ ਖ਼ੁਸ਼ ਮਹਿਸੂਸ ਕਰਦਾ ਹਾਂ।”

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਹਰ ਵਿਅਕਤੀ ਨੂੰ ਆਰਟ ਥੈਰੇਪੀ ਸੈਸ਼ਨਾਂ ਰਾਹੀਂ ਭਾਵਨਾਤਮਕ ਅਤੇ ਮਨੋਵਿਗਿਆਨਕ ਸਹਿਯੋਗ ਮਿਲੇ। ਪੁਨਰਵਾਸ ਸਿਰਫ਼ ਨਸ਼ੇ ਨੂੰ ‘ਨਾਂਹ’ ਕਹਿਣ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਮਰੀਜ਼ਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਮਜ਼ਬੂਤ ਕਰਨ, ਉਨ੍ਹਾਂ ਦੇ ਜੀਵਨ ਨੂੰ ਮੁੜ ਸੰਵਾਰਨ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਦੁਬਾਰਾ ਜੋੜਨ ਦੀ ਪ੍ਰਕਿਰਿਆ ਹੈ।”

ਸਿਰਫ਼ ਇੱਕ ਹਫ਼ਤੇ ਦੌਰਾਨ ਗੁਰਤੇਜ ਅਤੇ ਰੁਪਿੰਦਰ ਵਰਗੇ 290 ਤੋਂ ਵੱਧ ਮਰੀਜ਼ਾਂ ਨੇ ਆਰਟ ਥੈਰੇਪੀ ਵਿੱਚ ਹਿੱਸਾ ਲਿਆ ਅਤੇ ਇਸ ਤੋਂ ਲਾਭ ਪ੍ਰਾਪਤ ਕੀਤਾ। ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰਾਂ ਵਿੱਚ ਇਨ੍ਹਾਂ ਸੈਸ਼ਨਾਂ ਦੀ ਵਧਦੀ ਪ੍ਰਸਿੱਧੀ ਅਤੇ ਸਫ਼ਲਤਾ ਭਗਵੰਤ ਮਾਨ ਸਰਕਾਰ ਦੀ ਇਲਾਜ ਪ੍ਰਤੀ ਮਰੀਜ਼-ਕੇਂਦ੍ਰਿਤ ਪਹੁੰਚ ਨੂੰ ਦਰਸਾਉਂਦੀ ਹੈ।

ਰਚਨਾਤਮਕ ਗਤੀਵਿਧੀਆਂ ਰਾਹੀਂ ਭਾਵਨਾਵਾਂ ਪ੍ਰਗਟਾਵੇ ਨਸ਼ਿਆਂ ਤੋਂ ਪੀੜਤ ਲੋਕਾਂ ਵਿੱਚ ਆਤਮ-ਸਨਮਾਨ ਵਿਕਸਿਤ ਕਰਦੀ ਹੈ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਦੇ ਰਾਹ ’ਤੇ ਬਣਾਈ ਰੱਖਣ ਵਿੱਚ ਮਦਦ ਕਰਦੀ ਹੈ। ਇਹ ਸਧਾਰਨ ਗਤੀਵਿਧੀਆਂ ਨਸ਼ਾ ਪੀੜਤਾਂ ਨੂੰ ਆਪਣੇ ਜੀਵਨ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰਨ ਲਈ ਇੱਕ ਨਵਾਂ ਕੈਨਵਸ ਪ੍ਰਦਾਨ ਕਰ ਰਹੀਆਂ ਹਨ।

*ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ।

ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੇ 3,832 ਏਕੜ ਤੋਂ ਵੱਧ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਹਰ ਬੂੰਦ ਨੂੰ ਟੇਲਾਂ ਤੱਕ ਪਹੁੰਚਾ ਕੇ ਪਾਣੀ, ਪੰਜਾਬ ਤੇ ਪੰਜਾਬੀਅਤ ਨੂੰ ਸੁਰੱਖਿਅਤ ਕਰਨਾ ਅਤੇ ਨਸ਼ਿਆਂ ਤੋਂ ਜਵਾਨੀ ਨੂੰ ਬਚਾ ਕੇ 'ਰੰਗਲਾ ਪੰਜਾਬ' ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ। ਉਨ੍ਹਾਂ ਕਿਹਾ, "ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।"

ਕੈਬਨਿਟ ਮੰਤਰੀ ਨੇ ਪਿੰਡ ਮਾਣਕਮਾਜਰਾ ਵਿਖੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੋਟਲਾ ਬ੍ਰਾਂਚ ਨਹਿਰ ਵਿੱਚੋਂ ਨਵਾਂ ਭਸੌੜ ਮਾਈਨਰ ਬਣਾਇਆ ਗਿਆ ਹੈ ਜਿਸ ਨੂੰ ਕਰੀਬ 4.07 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ ਜਿਸ ਨਾਲ ਜ਼ਿਲ੍ਹਾ ਮਾਲੇਰਕੋਟਲਾ ਅਤੇ ਸੰਗਰੂਰ ਦੇ 9 ਪਿੰਡਾਂ ਨੂੰ ਲਗਭਗ 50- 60 ਸਾਲਾਂ ਤੋਂ ਬਾਅਦ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਭਸੌੜ ਮਾਈਨਰ ਵਿੱਚੋਂ 1.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦਰੋਗੇਵਾਲ ਅਤੇ ਮਾਣਕਮਾਜਰਾ ਲਈ 7,640 ਮੀਟਰ ਲੰਮੀ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾ ਰਹੀ ਹੈ। ਇਸ ਪ੍ਰਾਜੈਕਟ ਨਾਲ 1,006 ਏਕੜ ਖੇਤੀਯੋਗ ਰਕਬੇ ਨੂੰ ਸਿੰਚਾਈ ਲਈ ਪਹਿਲੀ ਵਾਰ ਨਹਿਰੀ ਪਾਣੀ ਮਿਲੇਗਾ। ਇਸੇ ਮਾਈਨਰ ਵਿੱਚੋਂ ਕਰੀਬ 1.03 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਰੁਸਤਮਗੜ੍ਹ, ਸੰਗਾਲੀ, ਸੰਗਾਲਾ ਅਤੇ ਭੈਣੀ ਕਲਾਂ ਲਈ 4,200 ਮੀਟਰ ਲੰਮੀ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਕਰੀਬ 980 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਸ਼ ਦੀ ਆਜ਼ਾਦੀ ਉਪਰੰਤ ਪਹਿਲੀ ਵਾਰ ਪ੍ਰਾਪਤ ਹੋਵੇਗੀ।

ਇਸੇ ਤਰ੍ਹਾਂ ਪਿੰਡ ਦਹਿਲੀਜ਼ ਖ਼ੁਰਦ ਵਿਖੇ ਕਰੀਬ 6.17 ਕਰੋੜ ਰੁਪਏ ਦੀ ਲਾਗਤ ਨਾਲ ਉਲੀਕੇ ਨਹਿਰੀ ਪਾਣੀ ਪ੍ਰਾਜੈਕਟਾਂ ਦੀ ਰਸਮੀ ਸ਼ੁਰੂਆਤ ਕਰਨ ਪਿੱਛੋਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 5.63 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਵਿੱਚੋਂ 20,149 ਮੀਟਰ ਲੰਮੀ ਉੱਚ ਗੁਣਵੱਤਾ ਵਾਲੀ ਆਧੁਨਿਕ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਪਿੰਡ ਮਹਿਰਨਾ ਖ਼ੁਰਦ, ਕੰਗਨਪੁਰ ਅਤੇ ਰਸੂਲਪੁਰ ਦੇ ਕੁੱਲ 1486 ਏਕੜ ਰਕਬੇ ਨੂੰ ਪਹਿਲੀ ਵਾਰ ਭਰੋਸੇਯੋਗ ਨਹਿਰੀ ਪਾਣੀ ਉਪਲਬਧ ਹੋਵੇਗਾ ਜਦਕਿ 54 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਹਿਲੀਜ਼ ਕਲਾਂ ਅਤੇ ਦਹਿਲੀਜ਼ ਖ਼ੁਰਦ ਦੇ 360 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਸਹੂਲਤ ਨਾਲ ਜੋੜਿਆ ਜਾਵੇਗਾ।

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਅਮਰਗੜ੍ਹ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਬੀਰ ਸਿੰਘ ਚੌਂਦਾ, ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਨੰਗਲ, ਚੇਅਰਮੈਨ ਪੰਜਾਬ ਹੱਜ ਕਮੇਟੀ ਹਾਸ਼ਿਮ ਸੂਫ਼ੀ, ਆਮ ਆਦਮੀ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ, ਹਲਕਾ ਕੋਆਰਡੀਨੇਟਰ ਨਸ਼ਾ-ਮੁਕਤੀ ਯਾਤਰਾ ਗੁਰਪ੍ਰੀਤ ਸਿੰਘ ਬਨਭੌਰਾ (ਬਿੱਟੂ), ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ. ਸੰਜੀਵ ਕਪੂਰ, ਐਕਸੀਅਨ ਹਰਮਨਿੰਦਰ ਸਿੰਘ, ਐਕਸੀਅਨ ਸੰਗਰੂਰ ਅਤਿੰਦਰਪਾਲ ਸਿੰਘ ਸਿੱਧੂ, ਐਕਸੀਅਨ ਦਮਨਜੀਤ ਸਿੰਘ, ਰਾਜੀਵ, ਅਭਿਜੋਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।

ਚੰਡੀਗੜ੍ਹ : ਪੰਜਾਬ ਰਾਜ ਵਿੱਚ ਨਿਰਧਾਰਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸੁਚਾਰੂ ਅਮਲ ਨੂੰ ਅੰਜਾਮ ਦੇਣ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿਖੇ ਸੋਮਵਾਰ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਲਈ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਇਸ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਮੁੱਖ ਚੋਣ ਅਧਿਕਾਰੀ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਐਸ.ਆਈ.ਆਰ. ਦਾ ‘ਘਰ-ਘਰ ਗਣਨਾ ਪੜਾਅ’ 25 ਜੂਨ, 2026 ਤੋਂ ਸੂਬੇ ਭਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰੀਆਂ ਹਦਾਇਤਾਂ, ਪ੍ਰਕਿਰਿਆਵਾਂ ਅਤੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਸਟਾਫ ਨੂੰ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਹੀ ਤੇ ਸੁਚੱਜੀ ਸਿਖਲਾਈ ਮਿਲੇਗੀ।


ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਵਾਇਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਨਾ ਆਵੇ।

ਉਨ੍ਹਾਂ ਨੇ ਸੂਬੇ ਦੇ ਸਾਰੇ ਡੀ.ਈ.ਓਜ਼. ਅਤੇ ਈ.ਆਰ.ਓਜ਼. ਨੂੰ ਹਦਾਇਤ ਕੀਤੀ ਕਿ ਉਹ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਸਬੰਧੀ ਆਪੋ-ਆਪਣੇ ਖੇਤਰਾਂ ਵਿੱਚ ਕਰਵਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਸਟਾਫ਼ ਦੇ ਹਰ ਸਵਾਲ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬੀਐਲਓਜ਼ ਨੂੰ ਜਿੰਨੀ ਬਿਹਤਰ ਸਿਖਲਾਈ ਦਿੱਤੀ ਜਾਵੇਗੀ, ਸਾਰੀ ਪ੍ਰਕਿਰਿਆ ਓਨੀ ਹੀ ਸੁਚਾਰੂ ਹੋਵੇਗੀ।

ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਬਾਰੇ ਜਾਣੂ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਕਰਨ ਲਈ ਬੇਨਤੀ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਾ ਕਿਸੇ ਯੋਗ ਵਿਅਕਤੀ ਦੀ ਵੋਟ ਗਲਤ ਤਰੀਕੇ ਨਾਲ ਨਾ ਕੱਟੀ ਜਾਵੇ ਅਤੇ ਨਾ ਹੀ ਕੋਈ ਅਯੋਗ ਵਿਅਕਤੀ ਗ਼ੈਰ-ਵਾਜਿਬ ਢੰਗ ਨਾਲ  ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।

ਕਿਹਾ : 2017 ਤੋਂ ਲੈ ਕੇ ਹੁਣ ਤੱਕ 93 ਪੇਪਰ ਹੋਏ ਲੀਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਰੋਜ਼ਗਾਰ ਦੇ ਤਹਿਤ ਅੱਜ ਸੋਮਵਾਰ ਨੂੰ ਚੰਡੀਗੜ੍ਹ ਵਿਚ ਵੱਖ-ਵੱਖ ਵਿਭਾਗਾਂ ਵਿਚ ਭਰਤੀ ਹੋਏ 335 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੀ ਤਾਰੀਫ ਕੀਤੀ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਸਖਤ ਆਲੋਚਨਾ ਕੀਤੀ। ਸੀਐਮ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿਚ ਇਕ ਵੱਖਰੀ ਜਿਹੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲੋਂ ‘ਨੀਟ’ ਦੀ ਪ੍ਰੀਖਿਆ ਸਹੀ ਤਰੀਕੇ ਨਾਲ ਨਹੀਂ ਕਰਵਾਈ ਜਾ ਰਹੀ। ਸੀਐਮ ਨੇ ਕਿਹਾ ਕਿ ਸਾਲ 2017 ਤੋਂ ਲੈ ਕੇ ਹੁਣ ਤੱਕ 93 ਪੇਪਰ ਲੀਕ ਹੋ ਚੁੱਕੇ ਹਨ ਅਤੇ ਇਸਦੇ ਚੱਲਦਿਆਂ ਨੌਜਵਾਨਾਂ ਦਾ ਭਰੋਸਾ ਟੁੱਟ ਰਿਹਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਪਿਛਲੇ ਚਾਰ ਸਾਲਾਂ ਦੌਰਾਨ ਅਜਿਹੀ ਕੋਈ ਵੀ ਘਟਨਾ ਸਾਹਮਣੇ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੀ ‘ਨੀਟ’ ਦਾ ਪੇਪਰ ਲੀਕ ਹੋ ਗਿਆ ਸੀ, ਜੋ ਹੁਣ ਆਉਂਦੀ 21 ਜੂਨ ਨੂੰ ਲਿਆ ਜਾਣਾ ਹੈ।  

ਰੋਪੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੋਪੜ ਜ਼ਿਲ੍ਹੇ ਦੇ ਪਿੰਡ ਬੜਵਾ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਵਿਚਕਾਰ ਪਹੁੰਚੇ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਤਾ ਤੋਂ ਬਾਹਰ ਕਰਕੇ ਇਮਾਨਦਾਰ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾ ਕੇ ਲੁੱਟ, ਵਿਸ਼ੇਸ਼ ਅਧਿਕਾਰ ਅਤੇ ਧੋਖੇ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਕਾਂਗਰਸ, ਭਾਜਪਾ ਅਤੇ ਅਕਾਲੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਦਾ ਕੋਈ ਏਜੰਡਾ ਨਹੀਂ ਹੈ ਅਤੇ ਇਨ੍ਹਾਂ ਦੀ ਦਿਲਚਸਪੀ ਸਿਰਫ਼ ਸੱਤਾ ਹਥਿਆਉਣ ਅਤੇ ਨਿੱਜੀ ਹਿੱਤਾਂ ਵਿੱਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਵਿਰੋਧੀ ਆਗੂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਅਧੀਨ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ, ਉੱਥੇ ਹੀ ਹੁਣ ਕਰਦਾਤਾਵਾਂ ਦੇ ਪੈਸੇ ਦਾ ਇੱਕ-ਇੱਕ ਰੁਪਿਆ ਸੱਤਾਧਾਰੀਆਂ ਦੇ ਐਸ਼ੋ-ਆਰਾਮ ਦੀ ਬਜਾਏ ਲੋਕ ਭਲਾਈ 'ਤੇ ਖ਼ਰਚ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ ਅਤੇ ਅਕਾਲੀਆਂ ਨੇ ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਅਕਾਲੀ-ਭਾਜਪਾ ਗਠਜੋੜ ਸਿਰਫ਼ ਸੱਤਾ ਹਾਸਲ ਕਰਨ ਦੀ ਮੌਕਾਪ੍ਰਸਤ ਚਾਲ ਖੇਡਣ ਦੀ ਕੋਸ਼ਿਸ਼ ਵਿੱਚ ਹੈ, ਜਿਸ ਨੂੰ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਨਕਾਰ ਦੇਣਗੇ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਆਦਮੀ ਪਾਰਟੀ ਉਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਵਿੱਚ ਡਰ ਪੈਦਾ ਕਰ ਰਹੀ ਹੈ ਜਿਨ੍ਹਾਂ ਨੇ ਦਹਾਕਿਆਂ ਤੱਕ ਆਪਣੇ ਨਿੱਜੀ ਹਿੱਤਾਂ ਲਈ ਸੱਤਾ ਦੀ ਦੁਰਵਰਤੋਂ ਕੀਤੀ। ਭਾਜਪਾ ਵੱਲੋਂ ਥੋਪੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਸਨ। ਇਹ ਇੱਕ ਹਕੀਕਤ ਹੈ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ ਅਤੇ ਅੱਜ ਇਹ ਪਾਰਟੀਆਂ ਸਿਆਸੀ ਲਾਹੇ ਲਈ ਧਰਮ ਦੇ ਨਾਂ 'ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ।”
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਨਵੇਂ ਗਠਜੋੜ 'ਤੇ ਤਿੱਖਾ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗਠਜੋੜ ਦੋਵਾਂ ਪਾਰਟੀਆਂ ਲਈ ਸਿਆਸੀ ਤੌਰ 'ਤੇ ਤਬਾਹਕੁੰਨ ਸਾਬਤ ਹੋਵੇਗਾ ਕਿਉਂਕਿ ਇਹ ਨਾ ਤਾਂ ਕਿਸੇ ਵਿਚਾਰਧਾਰਾ 'ਤੇ ਅਧਾਰਤ ਹੈ ਅਤੇ ਨਾ ਹੀ ਲੋਕ ਭਲਾਈ ਪ੍ਰਤੀ ਕਿਸੇ ਵਚਨਬੱਧਤਾ 'ਤੇ ਟਿਕਦਾ ਹੈ। ਉਨ੍ਹਾਂ ਕਿਹਾ, “ਇਸ ਗਠਜੋੜ ਦਾ ਇੱਕੋ-ਇੱਕ ਉਦੇਸ਼ ਪੰਜਾਬ ਵਿੱਚ ਸੱਤਾ ਹਥਿਆਉਣਾ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਵਾਰ-ਵਾਰ ਇੱਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਹੈ ਅਤੇ ਦੋਸ਼ ਲਾਏ ਹਨ। ਪੰਜਾਬ ਦੇ ਲੋਕ ਪੁੱਛ ਰਹੇ ਹਨ ਕਿ ਉਹ ਹੁਣ ਕਿਹੜਾ ਮੂੰਹ ਲੈ ਕੇ ਇਕੱਠੇ ਵੋਟਾਂ ਮੰਗਣਗੇ। ਲੋਕ ਅਜਿਹੇ ਸਿਆਸੀ ਡਰਾਮਿਆਂ ਦੇ ਝਾਂਸੇ ਵਿੱਚ ਨਹੀਂ ਆਉਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੂੰ ਕਰਾਰਾ ਸਬਕ ਸਿਖਾਉਣਗੇ।”
ਆਪਣੀ ਸਰਕਾਰ ਦੇ ਕੰਮਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣਾ ਖ਼ੂਨ-ਪਸੀਨਾ ਵਹਾਇਆ ਹੈ ਅਤੇ ਹਰ ਦਿਨ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਨਵੀਆਂ ਲੋਕ-ਪੱਖੀ ਪਹਿਲਕਦਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਉਨ੍ਹਾਂ ਕਿਹਾ, “ਮੇਰੇ ਤੋਂ ਪਹਿਲਾਂ ਰਹੇ ਮੁੱਖ ਮੰਤਰੀਆਂ ਦੇ ਉਲਟ, ਮੈਂ ਸਰਕਾਰੀ ਖ਼ਜ਼ਾਨੇ ਵਿੱਚੋਂ ਕਦੇ ਇੱਕ ਧੇਲਾ ਵੀ ਨਹੀਂ ਲਿਆ। ਇਸ ਦੀ ਬਜਾਏ ਮੈਂ ਇਹ ਯਕੀਨੀ ਬਣਾਇਆ ਹੈ ਕਿ ਟੈਕਸਦਾਤਾਵਾਂ ਦਾ ਇੱਕ-ਇੱਕ ਰੁਪਿਆ ਲੋਕ ਭਲਾਈ ਲਈ ਸਮਝਦਾਰੀ ਨਾਲ ਖ਼ਰਚ ਕੀਤਾ ਜਾਵੇ। ਪੰਜਾਬ ਦੇ ਲੋਕਾਂ ਦਾ ਪੁੱਤਰ ਅਤੇ ਭਰਾ ਹੋਣ ਦੇ ਨਾਤੇ, ਮੇਰਾ ਧਿਆਨ ਐਸ਼ੋ-ਆਰਾਮ ਦੀ ਜ਼ਿੰਦਗੀ ਜਿਊਣ ਦੀ ਬਜਾਏ ਉਨ੍ਹਾਂ ਦੇ ਦੁੱਖ-ਦਰਦ ਵੰਡਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ 'ਤੇ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਪਿਛਲੇ ਸ਼ਾਸਕ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਤਨਦੇਹੀ ਨਾਲ ਹੱਲ ਕਰਨ ਲਈ ਇਸ ਤਰ੍ਹਾਂ ਲੋਕਾਂ ਤੱਕ ਸਿੱਧੀ ਪਹੁੰਚ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਲੀਸ਼ਾਨ ਮਹਿਲਾਂ ਦੀਆਂ ਕੰਧਾਂ ਤੱਕ ਹੀ ਸੀਮਤ ਰਹੀਆਂ ਅਤੇ ਆਮ ਨਾਗਰਿਕਾਂ ਨਾਲ ਸ਼ਾਇਦ ਹੀ ਕਦੇ ਰਾਬਤਾ ਕਾਇਮ ਕੀਤਾ। ਉਨ੍ਹਾਂ ਕਿਹਾ, “ਉਹ ਹੰਕਾਰੀ ਸਿਆਸਤਦਾਨ ਲੋਕਾਂ ਨਾਲੋਂ ਟੁੱਟੇ ਰਹੇ ਅਤੇ ਅੱਜ ਉਹ ਪੰਜਾਬ ਸਰਕਾਰ ਦੇ ਹਰ ਕਦਮ ਤੋਂ ਹੈਰਾਨ-ਪ੍ਰੇਸ਼ਾਨ ਹਨ। ਦੂਜੇ ਪਾਸੇ ਮੈਂ ਲੋਕਾਂ ਦੇ ਵਿਚਕਾਰ ਰਹਿੰਦਾ ਹਾਂ, ਉਨ੍ਹਾਂ ਦੀ ਫੀਡਬੈਕ ਲੈਂਦਾ ਹਾਂ ਅਤੇ ਵਿਕਾਸ-ਮੁਖੀ ਤੇ ਲੋਕ-ਪੱਖੀ ਨੀਤੀਆਂ ਬਣਾਉਂਦਾ ਹਾਂ ਜੋ ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਤੇਜ਼ੀ ਲਿਆ ਰਹੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਨੇ ਵਿਰੋਧੀ ਆਗੂਆਂ ਨੂੰ ਨਿਰਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ, “ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੇ ਕਿ ਆਮ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਹੁਣ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਵੱਲੋਂ ਸਿਰਫ ਤੇ ਸਿਰਫ ਆਲੋਚਨਾ ਕਰਨਾ ਉਨ੍ਹਾਂ ਦੀ ਨਿਰਾਸ਼ਾ ਨੂੰ ਦਰਸਾਉਂਦੀ ਹੈ। ਮੈਨੂੰ ਭਾਵੇਂ ਲੋਕਾਂ ਦੀ ਦੌਲਤ ਲੁੱਟਣ ਦਾ ਤਜਰਬਾ ਨਾ ਹੋਵੇ ਪਰ ਮੈਂ ਆਮ ਲੋਕਾਂ ਦੇ ਦਰਦ ਨੂੰ ਵੰਡਾਉਣਾ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨਾ ਚੰਗੀ ਤਰ੍ਹਾਂ ਜਾਣਦਾ ਹਾਂ। ਮੈਂ ਪੰਜਾਬ ਅਤੇ ਇਸ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹਾਂ ਅਤੇ ਇਹੀ ਗੱਲ ਵਿਰੋਧੀਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ।”
ਪਿਛਲੀਆਂ ਸਰਕਾਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅੰਤ ਕੁਦਰਤੀ ਖੂਬਸੂਰਤੀ ਅਤੇ ਬੇਸ਼ਕੀਮਤੀ ਵਸੀਲਿਆਂ ਨਾਲ ਨਿਵਾਜੇ ਖੇਤਰਾਂ ਨੂੰ ਸਾਲਾਂਬੱਧੀ ਅਣਗੌਲਿਆ ਕੀਤਾ ਗਿਆ ਕਿਉਂਕਿ ਪਿਛਲੀਆਂ ਸਰਕਾਰਾਂ ਇਨ੍ਹਾਂ ਦੀ ਸਮਰੱਥਾ ਦਾ ਲਾਹਾ ਲੈਣ ਵਿੱਚ ਨਾਕਾਮ ਰਹੀਆਂ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਸਿਰਫ਼ ਦੋ ਸਿਆਸੀ ਧਿਰਾਂ ਵਾਰੋ-ਵਾਰੀ ਸੱਤਾ ਵਿੱਚ ਆਉਂਦੀਆਂ ਰਹੀਆਂ, ਜਿਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਦੇ ਸਾਧਨਾਂ ਨੂੰ ਲੁੱਟਿਆ।
ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਕੋਲ ਹੁਣ ‘ਝਾੜੂ’ (ਆਪ ਦਾ ਚੋਣ ਨਿਸ਼ਾਨ) ਦੇ ਰੂਪ ਵਿੱਚ ਬਦਲ ਹੈ, ਜਿਸ ਨੇ ਸੂਬੇ ਦੀ ਸਿਆਸੀ ਵਿਵਸਥਾ ਨੂੰ ਸਾਫ਼ ਕਰ ਦਿੱਤਾ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੇ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਕਾਰ ਕੇ  ਇਮਾਨਦਾਰ ਸਰਕਾਰ ਨੂੰ ਸੱਤਾ ਸੌਂਪੀ ਸੀ। ਉਸ ਇਤਿਹਾਸਕ ਫਤਵੇ ਨੇ ਪੰਜਾਬ ਨੂੰ ਬਦਲਣ ਅਤੇ ਇਸ ਨੂੰ ਭਾਰਤੀ ਸੂਬਿਆਂ ਵਿੱਚ ਮੋਹਰੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।”
ਸਿੰਚਾਈ ਖੇਤਰ ਵਿੱਚ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਇਸ ਸਾਲ ਬਿਹਤਰ ਸਿੰਚਾਈ ਪ੍ਰਣਾਲੀ ਰਾਹੀਂ ਉਪਲਬਧ ਨਹਿਰੀ ਪਾਣੀ ਦਾ 96 ਫੀਸਦੀ ਵਰਤੋਂ ਵਿੱਚ ਲਿਆਂਦਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੋ ਪਾਣੀ ਪਹਿਲਾਂ ਬਰਬਾਦ ਹੋ ਜਾਂਦਾ ਸੀ, ਹੁਣ ਉਸ ਦੀ ਖੇਤੀਬਾੜੀ ਖੇਤਰਾਂ ਵਿੱਚ ਲਾਹੇਵੰਦ ਵਰਤੋਂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਆਪ ਸਰਕਾਰ ਨੇ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਅਤੇ ਖਾਲੇ ਵਿਛਾਏ ਹਨ ਤਾਂ ਜੋ ਪੰਜਾਬ ਦੇ ਹਰ ਕੋਨੇ ਤੱਕ ਸਿੰਚਾਈ ਸਹੂਲਤਾਂ ਪਹੁੰਚ ਸਕਣ। ਇਨ੍ਹਾਂ ਪਾਈਪਲਾਈਨਾਂ ਅਤੇ ਖਾਲਿਆਂ ਰਾਹੀਂ ਲਗਭਗ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੀ ਸਿੰਚਾਈ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਮਿਲੀ ਹੈ। ਪਾਣੀ ਦੀ ਇਹ ਮਾਤਰਾ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ।”

ਉਨ੍ਹਾਂ ਅੱਗੇ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਵਿਕਸਤ ਕੀਤੇ ਗਏ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਿਆਂਦਾ ਜਾ ਸਕੇ। ਇਸਦੇ ਨਤੀਜੇ ਵਜੋਂ ਕਈ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ। ਇਹ ਦਰਸਾਉਂਦਾ ਹੈ ਕਿ ਕਰਸਦਾਤਾਵਾਂ ਦੇ ਪੈਸੇ ਨੂੰ ਕਿਵੇਂ ਜ਼ਿੰਮੇਵਾਰੀ ਨਾਲ ਵਰਤਿਆ ਜਾ ਰਿਹਾ ਹੈ ਅਤੇ ਵਿਕਾਸ ਪ੍ਰੋਜੈਕਟਾਂ, ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਹੋਰ ਭਲਾਈ ਪਹਿਲਕਦਮੀਆਂ ਰਾਹੀਂ ਲੋਕਾਂ ਤੱਕ ਇਹ ਪੈਸਾ ਵਾਪਸ ਪਹੁੰਚ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਨੇ ਮਿਆਦ ਪੁਗਾ ਚੁੱਕੇ ਟੋਲ ਪਲਾਜ਼ਾ ਵੀ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਦੇ ਹਰ ਰੋਜ਼ ਲਗਭਗ 70 ਲੱਖ ਰੁਪਏ ਬਚ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਲੋਕਾਂ ਪੈਸਾ ਸਿਰਫ਼ ਜਨਤਾ ਦੀ ਭਲਾਈ ‘ਤੇ ਹੀ ਖਰਚ ਹੋ ਰਿਹਾ ਹੈ, ਨਾ ਕਿ ਪੁਰਾਣੀਆਂ ਸਰਕਾਰਾਂ ਵਾਂਗ ਕੁਝ ਚੋਣਵੇਂ ਲੋਕਾਂ ਦੇ ਫਾਇਦੇ ਲਈ।

ਸਿਹਤ ਸੰਭਾਲ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਭਰ ਵਿੱਚ ਲਗਭਗ 1,000 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿੱਥੇ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਸਰਕਾਰ ਨੇ ਆਮ ਨਾਗਰਿਕਾਂ ਨੂੰ ਅਜਿਹੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਖੇਚਲ ਨਹੀਂ ਕੀਤੀ। “ਇਨ੍ਹਾਂ ਕਲੀਨਿਕਾਂ ਨੇ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਲੋਕਾਂ ਦਾ ਵਿਸ਼ਵਾਸ ਮਜ਼ਬੂਤ ਕੀਤਾ ਹੈ। ਲਗਭਗ 75,000 ਲੋਕ ਹਰ ਰੋਜ਼ ਇਲਾਜ ਲਈ ਇਨ੍ਹਾਂ ਕਲੀਨਿਕਾਂ ਵਿੱਚ ਆਉਂਦੇ ਹਨ, ਜੋ ਇਸ ਪਹਿਲਕਦਮੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨਾਲ ਕਿਸਾਨ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰਾ ਹੋਈ ਹੈ। ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਬਹੁਮੁੱਲੀਆਂ ਸੰਪਤੀਆਂ ਚੋਣਵੇਂ ਕਾਰਪੋਰੇਟਾਂ ਨੂੰ ਮਾਮੂਲੀ ਕੀਮਤਾਂ 'ਤੇ ਸੌਂਪਿਆ ਜਾ ਰਹੀਆਂ ਹਨ, ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ, ਜਿਸਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ। ਇਹ ਸਰਕਾਰੀ ਸੰਪਤੀਆਂ ਨੂੰ ਕਮਜ਼ੋਰ ਕਰਨ ਦੀ ਬਜਾਏ ਉਨ੍ਹਾਂ ਨੂੰ ਮਜ਼ਬੂਤ ਕਰਨ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਔਰਤਾਂ ਦੀ ਭਲਾਈ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਆਮ ਸ਼੍ਰੇਣੀਆਂ ਨਾਲ ਸਬੰਧਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਪਰਿਵਾਰਾਂ, ਖਾਸ ਕਰਕੇ ਗਰੀਬ ਪਰਿਵਾਰਾਂ ਲਈ, 1,000 ਤੋਂ 1,500 ਰੁਪਏ ਦੀ ਰਕਮ ਵੀ ਕਾਫ਼ੀ ਮਾਇਨੇ ਰੱਖਦੀ ਹੈ। ਇਸ ਤੋਂ ਵੀ ਮਹੱਤਵਪੂਰਨ ਇਹ ਸਹਾਇਤਾ ਸਾਡੀਆਂ ਮਾਵਾਂ-ਧੀਆਂ ਪ੍ਰਤੀ ਸਾਡੇ ਸਤਿਕਾਰ ਅਤੇ ਮਾਣ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤੋਂ ਲਾਭ ਲੈ ਰਹੀਆਂ ਔਰਤਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਦੇਖ ਕੇ ਬਹੁਤ ਖੁਸ਼ੀ ਅਤੇ ਸੰਤੁਸ਼ਟੀ ਮਿਲਦੀ ਹੈ।

ਵਿਦਿਅਕ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨ ਅਤੇ ਕਲਾਸਰੂਮ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਸਿਖਰਲਾ ਸਥਾਨ ਹਾਸਲ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਹਥਿਆਰਬੰਦ ਸੈਨਾਵਾਂ ਦੀ ਪ੍ਰੀਖਿਆ ਤਿਆਰੀ, ਨੀਟ, ਜੇਈਈ, ਕਲੈਟ ਅਤੇ ਐਨਆਈਐਫਟੀ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਕੁਆਲੀਫਾਈ ਕੀਤਾ ਹੈ। ਇਹ ਪ੍ਰਾਪਤੀਆਂ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਹੋ ਰਹੇ ਕ੍ਰਾਂਤੀਕਾਰੀ ਸੁਧਾਰਾਂ ਨੂੰ ਦਰਸਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਖੇਤੀਬਾੜੀ ਕਾਰਜਾਂ ਸੁਚਾਰੂ ਹੋਣ ਦੇ ਨਾਲ-ਨਾਲ ਕਿਸਾਨਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਇਆ ਹੈ।


ਦਿੱਲੀ ਦੀ ਭਾਜਪਾ ਸਰਕਾਰ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ  ਪੰਜਾਬ ਆਮ ਲੋਕਾਂ ਲਈ ਭਲਾਈ ਪਹਿਲਕਦਮੀਆਂ ਦਾ ਲਗਾਤਾਰ ਵਿਸਤਾਰ ਕਰ ਰਿਹਾ ਹੈ, ਜਦੋ ਕਿ ਸਰਕਾਰਾਂ ਬਦਲਣ ਤੋਂ ਬਾਅਦ ਇਸ ਤਰ੍ਹਾਂ ਦੇ ਪ੍ਰੋਗਰਾਮ ਹੋਰ ਥਾਵਾਂ ਤੇ ਬੰਦ ਕਰ ਦਿੱਤੇ ਗਏ ਹਨ। ਉਹਨਾਂ ਕਿਹਾ,"ਇਹਨਾਂ ਪਾਰਟੀਆਂ ਨੇ ਹਮੇਸ਼ਾ ਆਮ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਵਾਲੀਆਂ ਨੀਤੀਆਂ ਦਾ ਵਿਰੋਧ ਕੀਤਾ ਹੈ ਅਤੇ ਲੋਕ-ਕੇਂਦ੍ਰਿਤ ਪ੍ਰੋਗਰਾਮਾਂ ਨੂੰ ਲਾਗੂ ਕਰਨ ਤੋਂ ਦੜ ਵੱਟਦੀਆਂ ਰਹੀਆਂ ਹਨ," ।

ਸਿਹਤ ਸੰਭਾਲ ਕਵਰੇਜ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਤਹਿਤ ਪੰਜਾਬ ਦੇ ਹਰੇਕ ਵਸਨੀਕ ਹਰੇਕ ਪਰਿਵਾਰ ਨੂੰ ₹10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਜਾਂਦਾ ਹੈ। ਉਹਨਾਂ ਕਿਹਾ,"ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ ਜਿਸਨੇ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਦੀ ਪੇਸ਼ਕਸ਼ ਕੀਤੀ ਹੈ। ਇਸ ਯੋਜਨਾ ਨੇ ਪਰਿਵਾਰਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾਉਣ ਦੇ ਨਾਲ ਨਾਲ ਕਿ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਹੈ। ਲਾਭਪਾਤਰੀਆਂ ਦੁਆਰਾ ₹650 ਕਰੋੜ ਤੋਂ ਵੱਧ ਦਾ ਮੁਫਤ ਇਲਾਜ ਪਹਿਲਾਂ ਹੀ ਪ੍ਰਾਪਤ ਕੀਤਾ ਜਾ ਚੁੱਕਾ ਹੈ,"।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ।  ਉਨ੍ਹਾਂ ਦੁਹਰਾਇਆ ਕਿ ਸਰਕਾਰੀ ਖਜ਼ਾਨੇ ਵਿੱਚੋਂ ਇੱਕ ਇੱਕ ਰੁਪਿਆ ਲੋਕ ਭਲਾਈ ਅਤੇ ਵਿਕਾਸ ਲਈ ਖਰਚ ਕੀਤਾ ਜਾ ਰਿਹਾ ਹੈ।

ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਦਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਇੱਕ ਵਿਸ਼ਾਲ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 43,000 ਕਿਲੋਮੀਟਰ ਲਿੰਕ ਸੜਕਾਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਅਤੇ ਆਧੁਨਿਕੀਕਰਨ ਲਈ ਇੱਕ ਵਿਆਪਕ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਹਨਾਂ ਕਿਹਾ,"ਆਪ ਸਰਕਾਰ ਨੇ ਇੱਕ ਹੋਰ ਇਤਿਹਾਸਕ ਫੈਸਲਾ ਲਿਆ ਹੈ। ਇਨ੍ਹਾਂ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ, ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦੀ ਦੇਖਭਾਲ ਵੀ ਯਕੀਨੀ ਬਣਾਈ ਜਾਵੇਗੀ। ਇਹ ਪੇਂਡੂ ਅਤੇ ਸ਼ਹਿਰੀ ਨਿਵਾਸੀਆਂ ਲਈ ਬਿਹਤਰ ਸੰਪਰਕ ਦੀ ਗਰੰਟੀ  ਅਤੇ ਆਵਾਜਾਈ ਸਹੂਲਤਾਂ ਵਿੱਚ ਸੁਧਾਰ ਕਰੇਗਾ," ।

ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਨੇ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਰਾਜ ਅਤੇ ਰਾਸ਼ਟਰੀ ਰਾਜਮਾਰਗਾਂ 'ਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰਖੀਆ ਫੋਰਸ ਵੀ ਸ਼ੁਰੂ ਕੀਤੀ ਹੈ।  "ਇਸ ਫੋਰਸ ਦੇ ਹਿੱਸੇ ਵਜੋਂ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਅਤੇ ਨਵੇਂ ਭਰਤੀ ਕੀਤੇ ਗਏ ਕਰਮਚਾਰੀਆਂ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ, ਨੂੰ ਤਾਇਨਾਤ ਕੀਤਾ ਗਿਆ ਹੈ। ਪੰਜਾਬ ਦੇ ਰਾਜਮਾਰਗਾਂ 'ਤੇ ਕੁੱਲ 1,597 ਕਰਮਚਾਰੀ ਕੰਮ ਕਰ ਰਹੇ ਹਨ ਜਿਨ੍ਹਾਂ ਨੂੰ 144 ਪੂਰੀ ਤਰ੍ਹਾਂ ਲੈਸ ਵਾਹਨਾਂ ਦੀ ਸਹਾਇਤਾ ਨਾਲ ਚਲਾਇਆ ਜਾ ਰਿਹਾ ਹੈ। ਪਿਛਲੇ ਸਾਲ ਫਰਵਰੀ ਵਿੱਚ ਫੋਰਸ ਦੀ ਸ਼ੁਰੂਆਤ ਤੋਂ ਬਾਅਦ, ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48.10% ਦੀ ਕਮੀ ਆਈ ਹੈ," ਉਨ੍ਹਾਂ ਕਿਹਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੋਰਸ 4,200 ਕਿਲੋਮੀਟਰ ਦੁਰਘਟਨਾ-ਪ੍ਰਭਾਵਿਤ ਹਾਈਵੇਅ 'ਤੇ ਤਾਇਨਾਤ ਰਹਿੰਦੀ ਹੈ ਅਤੇ ਇੱਕ ਤੇਜ਼ ਪ੍ਰਤੀਕਿਰਿਆ ਵਿਧੀ ਅਤੇ ਟ੍ਰੈਫਿਕ ਉਲੰਘਣਾਵਾਂ ਵਿਰੁੱਧ ਰੋਕਥਾਮ ਵਜੋਂ ਕੰਮ ਕਰਦੀ ਹੈ। ਉਹਨਾਂ ਕਿਹਾ,"ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸੰਸਦ ਦੇ ਫਲੋਰ 'ਤੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ," ।

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਇਸ ਇਤਿਹਾਸਕ ਕਾਨੂੰਨ ਰਾਹੀਂ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।  ਉਨ੍ਹਾਂ ਕਿਹਾ, “ਇਸ ਕਾਨੂੰਨ ਤਹਿਤ, 'ਬੇਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਦਸ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਕੈਦ ਅਤੇ 50 ਲੱਖ ਰੁਪਏ ਦੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ। ਜੇਕਰ ਦੋਸ਼ੀ ਜੁਰਮਾਨਾ ਅਦਾ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸਦੀ ਜਾਇਦਾਦ ਵੇਚੀ ਜਾ ਸਕਦੀ ਹੈ। ਇਸ ਕਾਨੂੰਨ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਸ੍ਰੀ ਗੁਰੂ ਸਾਹਿਬ ਜੀ ਦਾ ਨਿਰਾਦਰ ਕਰਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਗੰਭੀਰ ਨਤੀਜਿਆਂ ਨੂੰ ਸਮਝ ਸਕਣ।”

ਉਮੀਦ ਪ੍ਰਗਟ ਕਰਦਿਆਂ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਇੱਕ ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਦਿਲਾਂ ਵਿੱਚ ਇੱਕ ਪਵਿੱਤਰ ਸਥਾਨ ਰੱਖਦੇ ਹਨ ਅਤੇ ਇਨਾ ਦੀ ਪਵਿੱਤਰਤਾ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।  ਉਹਨਾਂ ਕਿਹਾ,“ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਵਾਂਗ ਹਨ। ਇਸਦਾ ਸਤਿਕਾਰ ਅਤੇ ਪਵਿੱਤਰਤਾ ਨੂੰ ਯਕੀਨੀ ਬਣਾਉਣਾ ਸਾਡਾ ਸਮੂਹਿਕ ਫਰਜ਼ ਹੈ। ਜੇਕਰ ਸਰਕਾਰ ਇਸ ਸਬੰਧ ਵਿੱਚ ਜ਼ਿੰਮੇਵਾਰੀ ਨਹੀਂ ਲੈਂਦੀ, ਤਾਂ ਕੋਈ ਹੋਰ ਨਹੀਂ ਲਵੇਗਾ। ਅਕਾਲੀਆਂ ਨੇ ਆਪਣੇ ਰਾਜਨੀਤਿਕ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਇਹ ਨਹੀਂ ਭੁੱਲੇ ਹਨ। ਅਸੀਂ ਖੁਸ਼ਕਿਸਮਤ ਹਾਂ ਕਿ ਸਾਨੂੰ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ।”

ਕਿਹਾ : ਕਾਨੂੰਨ ਦੇ ਡਰੋਂ ਗੁਰਬਾਣੀ ਨੂੰ ਘਰਾਂ ਤੋਂ ਦੂਰ ਨਾ ਕਰੇ ਸਿੱਖ ਸੰਗਤ
ਅੰਮਿ੍ਰਤਸਰ/ਬਿਊਰੋ ਨਿਊਜ਼  
ਸ੍ਰੀ ਅਕਾਲ ਤਖਤ ਸਾਹਿਬ, ਅੰਮਿ੍ਰਤਸਰ ਵਿਖੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਅਪੀਲ ਕੀਤੀ ਕਿ ਕਿਸੇ ਵੀ ਸਰਕਾਰੀ ਕਾਨੂੰਨ ਦੇ ਡਰ ਕਾਰਨ ਸੰਗਤ ਆਪਣੇ ਘਰਾਂ ਵਿਚੋਂ ਗੁਰਬਾਣੀ ਨੂੰ ਦੂਰ ਨਾ ਕਰੇ। ਜਥੇਦਾਰ ਨੇ ਕਿਹਾ ਕਿ ਸੰਗਤ ਪਹਿਲਾਂ ਵਾਂਗ ਹੀ ਪੂਰੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ, ਪੋਥੀਆਂ, ਗੁਟਕੇ ਅਤੇ ਧਾਰਮਿਕ ਸਾਹਿਤ ਨੂੰ ਸੰਭਾਲ ਕੇ ਰੱਖੇ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚਿੰਤਾ ਪ੍ਰਗਟਾਈ ਕਿ ਨਵੇਂ ਕਾਨੂੰਨ ਦੇ ਡਰੋਂ ਲੋਕ ਪੋਥੀਆਂ ਅਤੇ ਗੁਟਕੇ ਘਰਾਂ ਤੋਂ ਬਾਹਰ ਕਰ ਰਹੇ ਹਨ। ਉਨ੍ਹਾਂ ਸਾਫ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਖਾਲਸਾ ਸਾਜਨਾ ਦਿਵਸ ਮੌਕੇ ਬਣਾਇਆ ਗਿਆ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੋਧ ਐਕਟ 2026’ ਸਿੱਖ ਪੰਥ ਨੂੰ ਮਨਜੂਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਤੇ ਜਲਦੀ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਪੰਥ ਨੂੰ ਅਗਲਾ ਨਿਰਦੇਸ਼ ਦਿੱਤਾ ਜਾਵੇਗਾ।

ਚੰਡੀਗੜ੍ਹ, 8 ਜੂਨ 2026:

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ 'ਤੇ ਹਮਦਰਦੀ ਪੂਰਵਕ ਵਿਚਾਰ-ਵਟਾਂਦਰਾ ਕਰਨ ਲਈ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ।

ਇਸ ਸਬੰਧੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਇੱਕ ਸਾਰਥਕ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਹੈ, ਜੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਚਿੰਤਾਵਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"

ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਯੂਨੀਅਨਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਮੌਜੂਦਾ ਪ੍ਰਸ਼ਾਸਨਿਕ ਸਥਿਤੀ ਅਤੇ ਉਨ੍ਹਾਂ ਦੇ ਹੱਲ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣੂ ਕਰਵਾਇਆ।

ਵਿਭਾਗ ਦੇ ਪੱਖ ਦੀ ਬਾਰੀਕੀ ਨਾਲ ਸਮੀਖਿਆ ਕਰਨ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਤਾਂ ਜੋ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਅਤੇ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਹਰੇਕ ਜਥੇਬੰਦੀ ਦੇ ਨੁਮਾਇੰਦਿਆਂ ਦੀਆਂ ਮੁੱਖ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਗਿਆ। ਇਹ ਮੀਟਿੰਗਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿੱਚ ਹੋਈਆਂ। ਇਨ੍ਹਾਂ ਸੈਸ਼ਨਾਂ ਵਿੱਚ ਬੇਰੁਜ਼ਗਾਰ ਪੀ.ਐਸ.ਟੀ.ਈ.टी. ਪਾਸ ਆਰਟ ਐਂਡ ਕ੍ਰਾਫਟ ਸੰਘਰਸ਼ ਯੂਨੀਅਨ, ਅਨ-ਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਅਤੇ ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕ ਯੂਨੀਅਨ ਦੇ ਪ੍ਰਤੀਨਿਧ ਵਫ਼ਦਾਂ ਨੇ ਸ਼ਿਰਕਤ ਕੀਤੀ।

ਮੀਟਿੰਗਾਂ ਦੌਰਾਨ ਬੇਰੁਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕ੍ਰਾਫਟ ਸੰਘਰਸ਼ ਯੂਨੀਅਨ ਵੱਲੋਂ ਰਾਕੇਸ਼ ਕੁਮਾਰ, ਕਿਰਨਦੀਪ ਕੌਰ ਅਤੇ ਹਰਬੰਸ ਸਿੰਘ, ਅਨ-ਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ ਵੱਲੋਂ ਨਿਰਭੈ ਸਿੰਘ, ਸੁਖਚੈਨ ਸਿੰਘ ਅਤੇ ਜਸਵੰਤ ਸਿੰਘ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਵਰੁਣ ਖੇੜਾ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਵੱਲੋਂ ਡਾ. ਟੀਨਾ, ਸਿਮਰਨ ਅਤੇ ਰਾਕੇਸ਼, ਅਤੇ ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕ ਯੂਨੀਅਨ ਵੱਲੋਂ ਜਸਵੰਤ ਘੁਬਾਇਆ, ਹਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਆਪਣਾ ਪੱਖ ਪੇਸ਼ ਕੀਤਾ।

ਨਵੀਂ ਦਿੱਲੀ/ਬਿਊਰੋ ਨਿਊਜ਼    
ਪੰਜਾਬ ਅਤੇ ਹਰਿਆਣਾ ਸਣੇ ਉਤਰੀ ਭਾਰਤ ਵਿਚ ਗਰਮੀ ਨੇ ਮੁੜ ਤੋਂ ਜ਼ੋਰ ਫੜ ਲਿਆ ਹੈ। ਅੱਜ ਸੋਮਵਾਰ ਨੂੰ ਪਾਰਾ 45 ਡਿਗਰੀ ਦੇ ਨੇੜੇ ਪੁੱਜ ਗਿਆ ਅਤੇ ਪੰਜਾਬ ’ਚ ਬਠਿੰਡਾ ਅਤੇ ਹਰਿਆਣਾ ਵਿਚ ਰੋਹਤਕ ਸਭ ਤੋਂ ਗਰਮ ਰਹੇ। ਮੌਸਮ ਵਿਗਿਆਨੀਆਂ ਨੇ ਅਗਲੇ ਤਿੰਨ ਦਿਨ ਦੋਵਾਂ ਰਾਜਾਂ ਵਿਚ ਅੱਤ ਦੀ ਗਰਮੀ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਲਈ ਅੱਜ 8 ਜੂਨ ਤੋਂ 10 ਜੂਨ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਇਕ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ ਅਤੇ ਬਾਕੀ ਰਹਿੰਦੇ ਜ਼ਿਲ੍ਹਿਆਂ ਵਿਚ ਵੀ ਝੋਨੇ ਦੀ ਲੁਆਈ ਭਲਕੇ 9 ਜੂਨ ਤੋਂ ਸ਼ੁਰੂ ਹੋ ਜਾਵੇਗੀ। ਸੂਬੇ ਵਿਚ ਗਰਮੀ ਵਧਣ ਨਾਲ ਬਿਜਲੀ ਦੀ ਮੰਗ ਵੀ ਮੁੜ ਵਧ ਗਈ ਹੈ ਅਤੇ ਅੱਜ ਪੰਜਾਬ ਵਿਚ ਬਿਜਲੀ ਦੀ ਮੰਗ 12 ਹਜ਼ਾਰ ਮੈਗਾਵਾਟ ਤੋਂ ਟੱਪ ਗਈ ਹੈ। ਹਾਲਾਂਕਿ ਪਿਛਲੇ ਦਿਨੀਂ ਇਹ ਮੰਗ 10 ਹਜ਼ਾਰ ਮੈਗਾਵਾਟ ਰਹਿ ਗਈ ਸੀ। ਇਸਦੇ ਚੱਲਦਿਆਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਬਿਜਲੀ ਦੀ ਵਧਦੀ ਮੰਗ ਨੂੰ ਵੇਖਦਿਆਂ ਸਾਰੇ ਪੁਖਤਾ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.