Friday, 12 June 2026

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87  ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡਾਂ ਤੋਂ ਲੈ ਕੇ ਅੰਤਰਰਾਸ਼ਟਰੀ ਖੇਡ ਮੈਦਾਨਾਂ ਤੱਕ ਸੂਬੇ ਵਿੱਚ ਖੇਡਾਂ ਲਈ ਵਿਆਪਕ ਐਲਾਨ ਕੀਤਾ। ਪੰਜਾਬ ਨੂੰ ਉੱਭਰਦੀ ਖੇਡ ਸ਼ਕਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਸਗੋਂ 9 ਖਿਡਾਰੀਆਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਪਹਿਲੀ ਵਾਰ ਟੂਰਨਾਮੈਂਟ ਦੀ ਤਿਆਰੀ ਲਈ 220 ਖਿਡਾਰੀਆਂ ਨੂੰ 8.61 ਕਰੋੜ ਰੁਪਏ ਦੀ ਸਿੱਧੇ ਬੈਂਕ ਖਾਤਿਆਂ ਰਾਹੀਂ ਵਿੱਤੀ ਸਹਾਇਤਾ ਦਿੱਤੀ ਗਈ।
ਅੱਜ ਇੱਥੇ ਸੈਕਟਰ-35 ਵਿੱਚ ਮਿਊਂਸਪਲ ਭਵਨ ਵਿਖੇ ਸਮਾਗਮ ਦੌਰਾਨ ਖੇਡਾਂ ਦੇ ਖੇਤਰ ਵਿੱਚ ਨਿਰਣਾਇਕ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2026-27 ਲਈ 1,763 ਕਰੋੜ ਰੁਪਏ ਦੇ ਇਤਿਹਾਸਕ ਖੇਡ ਬਜਟ ਅਤੇ ਜ਼ਮੀਨੀ ਪੱਧਰ 'ਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਤ ਕਰਨ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਅਤੇ ਇਕ ਨਵੰਬਰ ਨੂੰ ਪੰਜਾਬ ਦਿਵਸ ’ਤੇ ਭਾਰਤ-ਪਾਕਿਸਤਾਨ ਦਰਮਿਆਨ ਗਹਿਗੱਚ ਮੁਕਾਬਲਾ ਹੋਵੇਗਾ। ਪਿਛਲੀਆਂ ਸਰਕਾਰਾਂ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਦੇਸ਼ ਲਈ ਅਣਗਿਣਤ ਚੈਂਪੀਅਨ ਪੈਦਾ ਕਰਨ ਦੇ ਬਾਵਜੂਦ ਪਹਿਲਾਂ ਕਦੇ ਵੀ ਸੂਬੇ ਨੂੰ ਕਿਸੇ ਵੱਡੇ ਖੇਡ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਖੇਡ ਐਸੋਸੀਏਸ਼ਨਾਂ 'ਤੇ ਅਸਲ ਖਿਡਾਰੀਆਂ ਦੀ ਬਜਾਏ ਸਿਆਸੀ ਤੌਰ 'ਤੇ ਜੁੜੇ ਵਿਅਕਤੀਆਂ ਦਾ ਦਬਦਬਾ ਰਿਹਾ।
ਸ਼ਾਨਦਾਰ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਪੰਜਾਬ ਲਈ ਇਤਿਹਾਸਕ ਪਲ ਹੈ ਕਿਉਂਕਿ 87 ਖਿਡਾਰੀਆਂ ਨੂੰ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦੋਂ ਕਿ ਵੱਖ-ਵੱਖ ਖੇਡਾਂ ਦੇ 1,070 ਮੈਡਲ ਜੇਤੂ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਖਿਡਾਰੀਆਂ ਵਿੱਚ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਹੈ। ਪੰਜਾਬ ਸਰਕਾਰ ਨੇ ਨਾ ਸਿਰਫ਼ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਹੈ, ਸਗੋਂ 9 ਮੈਡਲ ਜੇਤੂ ਖਿਡਾਰੀਆਂ ਨੂੰ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਹਨ।”
ਮੁੱਖ ਮੰਤਰੀ ਨੇ ਕਿਹਾ, "ਪੰਜਾਬ ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀਆਂ ਪ੍ਰਾਪਤੀਆਂ ਰਾਹੀਂ ਦੇਸ਼ ਅਤੇ ਸੂਬੇ ਦਾ ਬਹੁਤ ਮਾਣ ਵਧਾਇਆ ਹੈ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਈਏ ਅਤੇ ਇਹ ਯਕੀਨੀ ਬਣਾਈਏ ਕਿ ਉਨ੍ਹਾਂ ਨੂੰ ਉਹ ਸਤਿਕਾਰ, ਮਾਨਤਾ ਅਤੇ ਸਹਿਯੋਗ ਮਿਲੇ ਜਿਸ ਦੇ ਉਹ ਹੱਕਦਾਰ ਹਨ।"
ਪੰਜਾਬ ਸਰਕਾਰ ਦੇ ਖੇਡਾਂ ਪ੍ਰਤੀ ਦ੍ਰਿਸ਼ਟੀਕੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਰੁਪਏ ਦਿੱਤੇ ਗਏ। ਉਨ੍ਹਾਂ ਅੱਗੇ ਕਿਹਾ,"ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਅਥਲੀਟਾਂ ਦੇ ਵਿਕਾਸ ਲਈ ਵਿੱਤੀ ਸਾਲ 2026-27 ਲਈ 1,763 ਕਰੋੜ ਰੁਪਏ ਦਾ ਰਿਕਾਰਡ ਖੇਡ ਬਜਟ ਅਲਾਟ ਕੀਤਾ ਹੈ। ਪਿੰਡਾਂ ਵਿੱਚ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਇਹ ਮੈਦਾਨ ਪਿੰਡਾਂ ਦੇ ਉੱਭਰਦੇ ਖਿਡਾਰੀਆਂ ਲਈ ਚਾਨਣਮੁਨਾਰਾ ਬਣਨਗੇ।"
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਜਿਸ ਨੂੰ ਸੂਬੇ ਦੀ ਖੇਡ ਵਿਰਾਸਤ ਲਈ ਮਾਣ ਵਾਲਾ ਪਲ ਦੱਸਿਆ। ਉਨ੍ਹਾਂ ਨੇ ਅੱਗੇ ਐਲਾਨ ਕੀਤਾ ਕਿ ਇਸ ਟੂਰਨਾਮੈਂਟ ਦੌਰਾਨ ਬਹੁਤ ਉਡੀਕਿਆ ਜਾਣ ਵਾਲਾ ਭਾਰਤ-ਪਾਕਿਸਤਾਨ ਮੈਚ ਪੰਜਾਬ ਦਿਵਸ 'ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ,“ਪੰਜਾਬ ਨੇ ਦੇਸ਼ ਨੂੰ ਅਣਗਿਣਤ ਮੈਡਲ ਅਤੇ ਚੈਂਪੀਅਨ ਦਿੱਤੇ ਹਨ, ਫਿਰ ਵੀ ਪਿਛਲੀਆਂ ਸਰਕਾਰਾਂ ਨੇ ਕਦੇ ਇਹ ਯਕੀਨੀ ਨਹੀਂ ਬਣਾਇਆ ਕਿ ਸੂਬੇ ਨੂੰ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲੇ। ਅਸੀਂ ਉਸ ਮਾਨਸਿਕਤਾ ਨੂੰ ਬਦਲ ਦਿੱਤਾ ਹੈ ਅਤੇ ਪੰਜਾਬ ਨੂੰ ਭਾਰਤ ਦੇ ਖੇਡ ਨਕਸ਼ੇ ਦੇ ਕੇਂਦਰ ਵਿੱਚ ਲਿਆਂਦਾ ਹੈ।”
ਪੁਰਾਣੀ ਵਿਵਸਥਾ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਐਸੋਸੀਏਸ਼ਨਾਂ 'ਤੇ ਪਹਿਲਾਂ ਸਿਆਸੀ ਤੌਰ 'ਤੇ ਜੁੜੇ ਵਿਅਕਤੀਆਂ ਦਾ ਦਬਦਬਾ ਸੀ, ਪਰ ਪੰਜਾਬ ਸਰਕਾਰ ਨੇ ਉਸ ਰੁਝਾਨ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਮੈਰਿਟ ਦੇ ਅਧਾਰ 'ਤੇ ਆਮ ਖਿਡਾਰੀਆਂ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ।
ਪੰਜਾਬ ਨੂੰ ਖੇਡਾਂ ਦੀ ਮਹਾਂਸ਼ਕਤੀ ਵਿੱਚ ਬਦਲਣ ਲਈ ਵੱਡੀ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਟੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਦਾਨ ਕਰਕੇ ਅਤੇ ਵੱਡੇ ਪੱਧਰ 'ਤੇ ਨਕਦ ਇਨਾਮ ਵੰਡ ਕੇ ਸਾਲ 2019 ਤੋਂ 2023 ਤੱਕ ਦੇ ਬਕਾਇਆ ਸਨਮਾਨਾਂ ਦੇ ਦਹਾਕੇ ਲੰਮੇ ਬੈਕਲਾਗ ਨੂੰ ਸਫ਼ਲਤਾਪੂਰਵਕ ਖ਼ਤਮ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਜਿੱਤਾਂ ਤੋਂ ਬਾਅਦ ਹੀ ਇਨਾਮ ਦੇਣ ਦੀ ਪੁਰਾਣੀ ਪ੍ਰਥਾ ਨੂੰ ਵੀ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਅਥਲੀਟਾਂ ਨੂੰ ਟੂਰਨਾਮੈਂਟਾਂ ਤੋਂ ਪਹਿਲਾਂ ਵਿੱਤੀ ਤੌਰ 'ਤੇ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਉੱਚ ਪੱਧਰ 'ਤੇ ਤਿਆਰੀ ਕਰਨ ਅਤੇ ਮੁਕਾਬਲਾ ਕਰਨ ਵਿੱਚ ਮਦਦ ਮਿਲ ਸਕੇ। ਉਨ੍ਹਾਂ ਕਿਹਾ, “ਸਾਡੇ ਖਿਡਾਰੀਆਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਨੇ ਸਿਖਲਾਈ ਅਤੇ ਉੱਚ ਪੱਧਰੀ ਖੇਡ ਉਪਕਰਨਾਂ ਦੀ ਖਰੀਦ ਲਈ ਨਵੇਂ ਲਾਂਚ ਕੀਤੇ ਗਏ ਖੇਡ ਪੋਰਟਲ ਰਾਹੀਂ 15 ਕਰੋੜ ਰੁਪਏ ਤੋਂ ਵੱਧ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਹੈ। ਇਸ ਪੋਰਟਲ ਵਿੱਚ ਫੈਂਸਿੰਗ (ਤਲਵਾਰਬਾਜ਼ੀ), ਕਾਏਕਿੰਗ, ਸ਼ੂਟਿੰਗ (ਨਿਸ਼ਾਨੇਬਾਜ਼ੀ) ਅਤੇ ਆਰਚਰੀ (ਤੀਰਅੰਦਾਜ਼ੀ) ਵਰਗੀਆਂ ਖੇਡਾਂ ਲਈ ਵਿਸ਼ੇਸ਼ ਗ੍ਰਾਂਟਾਂ ਵੀ ਸ਼ਾਮਲ ਹਨ ਅਤੇ ਇਹ ਖਿਡਾਰੀਆਂ ਨੂੰ ਕਾਰਪੋਰੇਟ ਸਪਾਂਸਰਾਂ ਨਾਲ ਜੋੜਨ ਵਿੱਚ ਮਦਦ ਕਰੇਗਾ।”  
ਚੋਟੀ ਦੇ ਸਨਮਾਨਿਤ ਖਿਡਾਰੀਆਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਵਿਸ਼ਵ ਕੱਪ ਜਿੱਤ ਲਈ ਡੇਢ-ਡੇਢ ਕਰੋੜ ਰੁਪਏ ਨਾਲ ਸਨਮਾਨਿਤ ਕੀਤਾ। ਨਿਸ਼ਾਨੇਬਾਜ਼ੀ ਵਿੱਚ ਵਿਸ਼ਵ ਚੈਂਪੀਅਨਸ਼ਿਪ ਦੇ ਮੈਡਲ ਜੇਤੂ ਅਮਨਪ੍ਰੀਤ ਸਿੰਘ ਨੂੰ 1.54 ਕਰੋੜ ਰੁਪਏ ਅਤੇ ਨੀਰਜ ਕੁਮਾਰ ਨੂੰ 1.52 ਕਰੋੜ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਜਦੋਂ ਕਿ ਕਿਰਨਦੀਪ ਕੌਰ ਅਤੇ ਕ੍ਰਿਤਿਕਾ ਸ਼ਰਮਾ ਨੇ 50-50 ਲੱਖ ਰੁਪਏ ਪ੍ਰਾਪਤ ਕੀਤੇ।
ਉੱਭਰਦੇ ਨਿਸ਼ਾਨੇਬਾਜ਼ ਵਿਜੇਵੀਰ ਸਿੱਧੂ ਨੂੰ 28.50 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ, ਵੁਸ਼ੂ ਖਿਡਾਰੀ ਕੁਸ਼ਲ ਕੁਮਾਰ ਨੇ 25 ਲੱਖ ਰੁਪਏ ਪ੍ਰਾਪਤ ਕੀਤੇ, ਜਦੋਂ ਕਿ ਪੈਰਾ-ਪਾਵਰਲਿਫਟਿੰਗ ਵਿਸ਼ਵ ਚੈਂਪੀਅਨ ਪਰਮਜੀਤ ਕੁਮਾਰ ਨੂੰ ਉਸ ਦੀਆਂ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਾਪਤੀਆਂ ਲਈ 55 ਲੱਖ ਰੁਪਏ ਦਿੱਤੇ ਗਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਵਿੱਚ ਲਗਾਤਾਰ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਵਾਲੇ ਖਿਡਾਰੀਆਂ ਦੇ ਸਤਿਕਾਰ ਵਿੱਚ ਕਈ ਸਾਲਾਂ ਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਸਾਲ 2018-19 ਦੇ ਐਵਾਰਡ ਜੇਤੂਆਂ ਵਿੱਚ ਹਾਕੀ ਖਿਡਾਰੀ ਰਮਨਦੀਪ ਸਿੰਘ, ਜੂਡੋ ਖਿਡਾਰੀ ਕਿਰਨਜੀਤ ਸਿੰਘ, ਕਬੱਡੀ ਖਿਡਾਰੀ ਹਰਵਿੰਦਰ ਕੌਰ, ਰੋਇੰਗ ਖਿਡਾਰੀ ਜਸਪ੍ਰੀਤ ਸਿੰਘ, ਨਿਸ਼ਾਨੇਬਾਜ਼ ਅੰਗਦ ਵੀਰ ਸਿੰਘ ਬਾਜਵਾ, ਵੇਟਲਿਫਟਰ ਪ੍ਰਦੀਪ ਸਿੰਘ, ਪਹਿਲਵਾਨ ਹਰਪ੍ਰੀਤ ਸਿੰਘ ਅਤੇ ਤੈਰਾਕ ਚਾਹਤ ਅਰੋੜਾ ਸ਼ਾਮਲ ਸਨ।
ਉਨ੍ਹਾਂ ਨੇ ਅੱਗੇ ਕਿਹਾ ਕਿ ਸਾਲ 2020 ਵਿੱਚ ਤੀਰਅੰਦਾਜ਼ੀ ਵਿੱਚ ਸੰਗਮਪ੍ਰੀਤ ਸਿੰਘ ਬਿਸਲਾ, ਅਥਲੈਟਿਕਸ ਵਿੱਚ ਟਵਿੰਕਲ ਚੌਧਰੀ, ਬੇਸਬਾਲ ਵਿੱਚ ਵੀਰਪਾਲ, ਬਾਸਕਟਬਾਲ ਵਿੱਚ ਅੰਮ੍ਰਿਤਪਾਲ ਸਿੰਘ, ਕਾਏਕਿੰਗ ਤੇ ਕੈਨੋਇੰਗ ਵਿੱਚ ਅਵਤਾਰ ਸਿੰਘ, ਸਾਈਕਲਿੰਗ ਵਿੱਚ ਅਮਰਜੀਤ ਸਿੰਘ, ਫੈਂਸਿੰਗ ਵਿੱਚ ਇਨਾ ਅਰੋੜਾ ਅਤੇ ਹੈਂਡਬਾਲ ਵਿੱਚ ਹਰਜਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ 2021 ਦੇ ਤੀਰਅੰਦਾਜ਼ੀ ਚੈਂਪੀਅਨ ਸੁਖਬੀਰ ਸਿੰਘ, ਐਥਲੀਟ ਕਿਰਪਾਲ ਸਿੰਘ, ਬੇਸਬਾਲ ਖਿਡਾਰੀ ਅਮਨਜੀਤ ਕੌਰ ਬੈਂਸ, ਕਾਏਕਿੰਗ ਖਿਡਾਰੀ ਪ੍ਰਿਅੰਕਾ ਦੇਵੀ, ਸਾਈਕਲ ਸਵਾਰ ਨਮਨ ਕਪਿਲ, ਫੈਂਸਰ ਉਦੈਵੀਰ ਸਿੰਘ, ਅਤੇ ਹੈਂਡਬਾਲ ਖਿਡਾਰੀ ਮਨਦੀਪ ਕੌਰ ਨੂੰ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਅਰਜੁਨ ਐਵਾਰਡੀਆਂ ਅਤੇ ਓਲੰਪਿਕ ਹਾਕੀ ਸਿਤਾਰਿਆਂ ਨੂੰ ਵਿਸ਼ੇਸ਼ ਸ਼੍ਰੇਣੀ ਸਮਰਪਿਤ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਬਹੁਤੇ ਪੰਜਾਬ ਵਿੱਚ ਉੱਚ ਸਰਕਾਰੀ ਅਹੁਦਿਆਂ 'ਤੇ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਨਮਾਨਿਤ ਗਰੁੱਪ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਨਾਲ ਓਲੰਪਿਕ ਤਗਮਾ ਜੇਤੂ ਗੁਰਜੰਟ ਸਿੰਘ ਅਤੇ ਰੁਪਿੰਦਰ ਪਾਲ ਸਿੰਘ ਸ਼ਾਮਲ ਹਨ, ਜੋ ਦੋਵੇਂ ਪੀ.ਸੀ.ਐਸ. ਅਧਿਕਾਰੀ ਵਜੋਂ ਸੇਵਾ ਨਿਭਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਓਲੰਪਿਕ ਹਾਕੀ ਸਿਤਾਰਿਆਂ ਮਨਦੀਪ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਗੋਲਕੀਪਰ ਕ੍ਰਿਸ਼ਨ ਬਹਾਦਰ ਪਾਠਕ ਅਤੇ ਦਿਲਪ੍ਰੀਤ ਸਿੰਘ, ਨੂੰ ਵੀ ਸਨਮਾਨਿਤ ਕੀਤਾ, ਜੋ ਪੰਜਾਬ ਪੁਲਿਸ ਵਿੱਚ ਡੀਐਸਪੀ ਵਜੋਂ ਸੇਵਾ ਨਿਭਾ ਰਹੇ ਹਨ।
ਇਸ ਸਮਾਗਮ ਵਿੱਚ ਓਲੰਪਿਕ 'ਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਦੀ ਪਹਿਲੀ ਮਹਿਲਾ ਮੁੱਕੇਬਾਜ਼ ਸਿਮਰਨਜੀਤ ਕੌਰ ਬਾਠ ਨੂੰ ਵੀ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਆਪਣੀਆਂ ਸਰੀਰਕ ਚੁਣੌਤੀਆਂ ਦੇ ਬਾਵਜੂਦ ਦੇਸ਼ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਦਿਵਾਉਣ ਲਈ ਪੰਜਾਬ ਦੇ ਪੈਰਾ-ਐਥਲੀਟਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਸਮਾਗਮ ਦੌਰਾਨ ਸਨਮਾਨਿਤ ਕੀਤੇ ਗਏ ਪ੍ਰਮੁੱਖ ਪੈਰਾ-ਐਥਲੀਟਾਂ ਵਿੱਚ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂ ਮੁਹੰਮਦ ਯਾਸਰ, ਤੈਰਾਕ ਵੈਭਵ ਰਾਜੋਰੀਆ, ਪਹਿਲਵਾਨ ਸੁਰੇਂਦਰ ਕੰਬੋਜ, ਪੈਰਾ-ਬੈਡਮਿੰਟਨ ਖਿਡਾਰੀ ਪਲਕ ਕੋਹਲੀ ਅਤੇ ਪੈਰਾ-ਪਾਵਰਲਿਫਟਰ ਪਰਮਜੀਤ ਕੁਮਾਰ ਸ਼ਾਮਲ ਸਨ।
ਸਮਾਰੋਹ ਦੌਰਾਨ ਉਨ੍ਹਾਂ ਖਿਡਾਰੀਆਂ ਦੀਆਂ ਮਾਤਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨ ਲੈਣ ਲਈ ਲਈ ਸਟੇਜ 'ਤੇ ਬੁਲਾਇਆ ਗਿਆ, ਜੋ ਆਪਣੀ ਟ੍ਰੇਨਿੰਗ ਆਦਿ ਕਰਕੇ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ। ਇਨ੍ਹਾਂ ਵਿੱਚ ਏਸ਼ੀਆਈ ਖੇਡਾਂ ਦੇ ਤਗਮਾ ਜੇਤੂ ਹਰਮਿਲਨ ਬੈਂਸ ਦੇ ਮਾਤਾ ਅਤੇ ਅਰਜੁਨ ਐਵਾਰਡੀ ਮਾਧੁਰੀ ਸਕਸੈਨਾ ਵੀ ਸ਼ਾਮਲ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਿਡਾਰੀਆਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ "ਮਾਪਿਆਂ ਵੱਲੋਂ ਕੀਤੀਆਂ ਕੁਰਬਾਨੀਆਂ ਖੇਡਾਂ 'ਚ ਹਰ ਸਫ਼ਲਤਾ ਵਿੱਚ ਕਾਰਗਰ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਦਾ ਸਮਰਪਣ, ਅਨੁਸ਼ਾਸਨ ਅਤੇ ਅਟੁੱਟ ਸਮਰਥਨ ਚੈਂਪੀਅਨ ਪੈਦਾ ਕਰਦਾ ਹੈ।''
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡ ਬਜਟ ਨੂੰ 17 ਗੁਣਾ ਵਧਾ ਦਿੱਤਾ ਹੈ ਅਤੇ ਸਾਲ 2019 ਤੋਂ 2023 ਤੱਕ 87 ਨਾਮਵਰ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਪ੍ਰਦਾਨ ਕੀਤੇ ਗਏ ਹਨ।
ਮਹਾਰਾਜਾ ਰਣਜੀਤ ਸਿੰਘ ਐਵਾਰਡ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਅੱਜ ਪੰਜਾਬ ਅਤੇ ਖੇਡ ਜਗਤ ਲਈ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਉਨ੍ਹਾਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੇ ਆਪਣੇ ਮਾਪਿਆਂ, ਪੰਜਾਬ ਅਤੇ ਦੇਸ਼ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ। ਹਰੇਕ ਪੁਰਸਕਾਰ ਜੇਤੂ ਨੂੰ ਬਲੇਜ਼ਰ, ਸਕ੍ਰੌਲ (ਮਾਣ-ਪੱਤਰ) ਅਤੇ ਘੋੜੇ 'ਤੇ ਸਵਾਰ ਮਹਾਰਾਜਾ ਰਣਜੀਤ ਸਿੰਘ ਦੇ ਯਾਦਗਾਰੀ ਚਿੰਨ੍ਹ ਅਤੇ 5 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।'' ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵੱਕਾਰੀ ਐਵਾਰਡ ਲਈ 87 ਪੁਰਸਕਾਰ ਜੇਤੂਆਂ ਨੂੰ 4.35 ਕਰੋੜ ਰੁਪਏ ਵੰਡੇ ਗਏ ਹਨ।
ਭਾਰਤੀ ਖੇਡਾਂ ਵਿੱਚ ਪੰਜਾਬ ਵਡਮੁੱਲੇ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਕਪਤਾਨ ਹਰਮਨਪ੍ਰੀਤ ਕੌਰ ਅਤੇ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਪਲਪ੍ਰੀਤ ਸਿੰਘ ਬਰਾੜ ਸਮੇਤ ਦੇਸ਼ ਨੂੰ ਕਈ ਕਪਤਾਨ ਦਿੱਤੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਗੁਰਪ੍ਰੀਤ ਸਿੰਘ ਸੰਧੂ ਨੇ ਪਿਛਲੇ ਸਾਲ ਭਾਰਤੀ ਫੁੱਟਬਾਲ ਟੀਮ ਦੀ ਕਪਤਾਨੀ ਕੀਤੀ ਸੀ ਅਤੇ ਪੰਜਾਬੀ ਕ੍ਰਿਕਟਰ ਗੁਰਨੂਰ ਬਰਾੜ ਨੂੰ ਹਾਲ ਹੀ ਵਿੱਚ ਭਾਰਤੀ ਕ੍ਰਿਕਟ ਟੀਮ ਲਈ ਚੁਣਿਆ ਗਿਆ ਸੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਰਿਸ ਓਲੰਪਿਕ ਦੇ ਕਾਂਸੀ ਤਗਮਾ ਜੇਤੂ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਹੈ, ਜਦੋਂ ਕਿ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ ਵੀ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ 9 ਓਲੰਪਿਕ ਤਗਮਾ ਜੇਤੂ ਖਿਡਾਰੀਆਂ ਨੂੰ ਪੀਸੀਐਸ ਅਤੇ ਡੀਐਸਪੀ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ 2022 ਤੋਂ ਪੰਜਾਬ ਸਰਕਾਰ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਅਤੇ ਪੈਰਾ-ਐਥਲੀਟਾਂ ਵਿੱਚ 106.20 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2023 ਤੋਂ ਖੇਡ ਤਿਆਰੀ ਦੇ ਉਦੇਸ਼ਾਂ ਲਈ 220 ਅੰਤਰਰਾਸ਼ਟਰੀ ਖਿਡਾਰੀਆਂ ਨੂੰ 8.61 ਕਰੋੜ ਰੁਪਏ ਪ੍ਰਦਾਨ ਕੀਤੇ ਗਏ ਹਨ, ਜਦੋਂ ਕਿ ਖੇਡ ਸੰਸਥਾਵਾਂ ਨੂੰ ਖੇਡ ਉਪਕਰਨਾਂ ਦੀ ਖਰੀਦ ਲਈ ਡੀ.ਬੀ.ਟੀ. ਰਾਹੀਂ 15 ਕਰੋੜ ਰੁਪਏ ਦਿੱਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਦੇ 6,000 ਪਿੰਡਾਂ ਵਿੱਚ 17,000 ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਅਤੇ ਜਿੰਮ ਸਥਾਪਤ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ ਵਿਖੇ ਖਿਡਾਰੀਆਂ ਲਈ ਖੁਰਾਕ ਭੱਤਾ 248 ਰੁਪਏ ਤੋਂ ਵਧਾ ਕੇ 480 ਰੁਪਏ ਪ੍ਰਤੀ ਦਿਨ ਕਰ ਦਿੱਤਾ ਗਿਆ ਹੈ, ਜਦੋਂ ਕਿ ਜ਼ਿਲ੍ਹਾ ਸੈਂਟਰ ਆਫ਼ ਐਕਸੀਲੈਂਸ ਵਿਖੇ ਭੱਤਾ 225 ਰੁਪਏ ਤੋਂ ਵਧਾ ਕੇ 350 ਰੁਪਏ ਪ੍ਰਤੀ ਦਿਨ ਕਰ ਦਿੱਤਾ ਗਿਆ ਹੈ।
ਪੰਜਾਬ ਦੀ ਬੇਮਿਸਾਲ ਹਾਕੀ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 50 ਤੋਂ ਵੱਧ ਪੰਜਾਬੀ ਹਾਕੀ ਖਿਡਾਰੀਆਂ ਨੇ ਓਲੰਪਿਕ ਤਗਮੇ ਜਿੱਤੇ ਹਨ, ਜਦੋਂ ਕਿ 10 ਪੰਜਾਬੀ ਖਿਡਾਰੀਆਂ ਨੇ ਵੱਖ-ਵੱਖ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਦੀ ਕਪਤਾਨੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਵਰਗੇ ਪਿੰਡਾਂ ਨੇ 20 ਤੋਂ ਵੱਧ ਓਲੰਪੀਅਨ ਪੈਦਾ ਕਰਕੇ ਵਿਸ਼ਵ ਹਾਕੀ ਵਿੱਚ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।”
ਮੁੱਖ ਮੰਤਰੀ ਨੇ ਚੇਤੇ ਕੀਤਾ ਕਿ ਭਾਰਤ ਨੇ 41 ਸਾਲਾਂ ਦੇ ਅੰਤਰਾਲ ਤੋਂ ਬਾਅਦ ਟੋਕੀਓ ਓਲੰਪਿਕ 2021 ਵਿੱਚ ਹਾਕੀ 'ਚ ਕਾਂਸੀ ਦਾ ਤਗਮਾ ਜਿੱਤਿਆ ਸੀ, ਜਿਸ ਵਿੱਚ ਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ 9 ਪੰਜਾਬੀ ਖਿਡਾਰੀ ਸਨ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੇ ਪੈਰਿਸ ਓਲੰਪਿਕ 2024 ਵਿੱਚ ਫਿਰ ਕਾਂਸੀ ਦਾ ਤਗਮਾ ਜਿੱਤਿਆ, ਜਿਸ ਦੀ ਟੀਮ ਵਿੱਚ 10 ਪੰਜਾਬੀ ਖਿਡਾਰੀ ਸਨ, ਜਿਸ ਦੀ ਕਪਤਾਨੀ ਹਰਮਨਪ੍ਰੀਤ ਸਿੰਘ ਨੇ ਕੀਤੀ, ਜੋ ਟੂਰਨਾਮੈਂਟ ਦੇ ਸਭ ਤੋਂ ਵੱਧ ਸਕੋਰਰ ਵਜੋਂ ਵੀ ਉੱਭਰ ਕੇ ਸਾਹਮਣੇ ਆਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਨਵਾਂ "ਆਊਟਸਟੈਂਡਿੰਗ ਸਪੋਰਟਸਪਰਸਨ " ਕਾਡਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਡ ਵਿਸ਼ਿਆਂ ਵਿੱਚ 500 ਅਸਾਮੀਆਂ ਸਿਰਜੀਆਂ ਗਈਆਂ ਹਨ, ਜਦੋਂ ਕਿ 45 ਜੂਨੀਅਰ ਕੋਚ ਅਤੇ ਤਿੰਨ ਕੋਚ ਪਹਿਲਾਂ ਹੀ ਨਿਯਮਤ ਤੌਰ 'ਤੇ ਭਰਤੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਖੇਡ ਵਿਗਿਆਨ ਲਈ ਵੱਖਰਾ ਸਪੋਰਟਸ ਮੈਡੀਸਨ ਕਾਡਰ ਸਥਾਪਤ ਕੀਤਾ ਹੈ। ਵੱਖ-ਵੱਖ ਸ਼੍ਰੇਣੀਆਂ ਵਿੱਚ 112 ਅਸਾਮੀਆਂ ਲਈ ਭਰਤੀ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ, ਜਦੋਂ ਕਿ 206 ਫਿਜ਼ੀਕਲ ਟ੍ਰੇਨਰ ਅਸਾਮੀਆਂ ਲਈ ਭਰਤੀ ਜਾਰੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਜ਼ਮੀਨੀ ਪੱਧਰ 'ਤੇ ਹੁਨਰ ਖੋਜ ਪ੍ਰੋਗਰਾਮ ਤਹਿਤ ਪੰਜਾਬ ਭਰ ਵਿੱਚ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਲਈ 253 ਨਰਸਰੀ ਕੋਚਾਂ ਅਤੇ 26 ਖੇਡ ਸੁਪਰਵਾਈਜ਼ਰਾਂ ਦੇ ਨਾਲ 253 ਖੇਡ ਨਰਸਰੀਆਂ ਸਥਾਪਤ ਕੀਤੀਆਂ ਗਈਆਂ ਹਨ।
ਭਗਵੰਤ ਮਾਨ ਸਰਕਾਰ ਜਿੱਤ ਤੋਂ ਬਾਅਦ ਹੀ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੇ ਮਾਡਲ ਤੋਂ ਹਟ ਕੇ ਖਿਡਾਰੀਆਂ ਨੂੰ ਖੇਡਾਂ ਲਈ ਤਿਆਰ ਕਰਨ 'ਤੇ ਧਿਆਨ ਕੇਂਦਰਤ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਤ ਤੋਂ ਬਾਅਦ ਹੀ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੇ ਪੁਰਾਣੇ ਮਾਡਲ ਤੋਂ ਹਟ ਕੇ ਵੱਖਰੀ ਪਹੁੰਚ ਅਪਣਾਈ ਹੈ, ਜਿਸ ਤਹਿਤ ਵੱਡੇ ਟੂਰਨਾਮੈਂਟਾਂ ਤੋਂ ਪਹਿਲਾਂ ਹੀ ਐਥਲੀਟਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਖਿਡਾਰੀਆਂ ਨੂੰ ਮੁਕਾਬਲਿਆਂ ਦੀ ਤਿਆਰੀ ਕਰਨ ਅਤੇ ਉੱਚ ਪੱਧਰੀ ਉਪਕਰਨ ਲੈਣ ਵਿੱਚ ਮਦਦ ਕਰਨ ਲਈ ਨਵੇਂ ਸ਼ੁਰੂ ਕੀਤੇ ਗਏ ਖੇਡ ਪੋਰਟਲ ਰਾਹੀਂ 15 ਕਰੋੜ ਰੁਪਏ ਤੋਂ ਵੱਧ ਰਾਸ਼ੀ ਪਹਿਲਾਂ ਹੀ ਸਿੱਧੇ ਤੌਰ 'ਤੇ ਵੰਡੀ ਜਾ ਚੁੱਕੀ ਹੈ। ਪੋਰਟਲ ਵਿੱਚ ਸ਼ੂਟਿੰਗ, ਤਲਵਾਰਬਾਜ਼ੀ, ਕਾਇਆਕਿੰਗ ਅਤੇ ਤੀਰਅੰਦਾਜ਼ੀ ਵਰਗੀਆਂ ਖੇਡਾਂ ਲਈ ਅਨੁਕੂਲਿਤ ਗ੍ਰਾਂਟਾਂ ਸ਼ਾਮਲ ਹਨ, ਜਦੋਂ ਕਿ ਐਥਲੀਟਾਂ ਨੂੰ ਲੰਬੇ ਸਮੇਂ ਦੀ ਸਹਾਇਤਾ ਲਈ ਕਾਰਪੋਰੇਟ ਸਪਾਂਸਰਾਂ ਨਾਲ ਜੁੜਨ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ।
*ਭਗਵੰਤ ਮਾਨ ਸਰਕਾਰ ਪਿੰਡਾਂ ਤੋਂ ਅੰਤਰਰਾਸ਼ਟਰੀ ਮੰਚਾਂ ਤੱਕ ਬਣਾ ਰਹੀ ਹੈ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ*
2026-27 ਲਈ 1,763 ਕਰੋੜ ਰੁਪਏ ਦਾ ਰਿਕਾਰਡ ਖੇਡ ਬਜਟ ਅਲਾਟ ਕੀਤਾ ਗਿਆ ਹੈ। ਪਿੰਡਾਂ ਵਿੱਚ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ 6,000 ਪਿੰਡਾਂ ਵਿੱਚ ਜਿੰਮ ਸਥਾਪਤ ਕੀਤੇ ਜਾ ਰਹੇ ਹਨ, 17,000 ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਅਤੇ ਪੰਜਾਬ ਭਰ ਦੇ ਖਿਡਾਰੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਨਵਾਂ "ਆਊਟਸਟੈਂਡਿੰਗ ਸਪੋਰਟਸਪਰਸਨ" ਕਾਡਰ ਤਿਆਰ ਕੀਤਾ ਗਿਆ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਸੈਕਟਰ 42 ਵਿਖੇ 43 ਕਰੋੜ 66 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਯੁਵਾ ਭਵਨ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ। ਯੁਵਕ ਸੇਵਾਵਾਂ ਵਿਭਾਗ ਵੱਲੋਂ ਬਣਾਏ ਜਾ ਰਹੇ ਇਸ ਯੁਵਾ ਭਵਨ ਵਿੱਚ 200 ਨੌਜਵਾਨਾਂ ਲਈ ਹੋਸਟਲ, 400 ਸੀਟਾਂ ਵਾਲਾ ਆਡੀਟੋਰੀਅਮ, ਕਾਨਫਰੰਸ ਹਾਲ, ਸੈਮੀਨਾਰ ਹਾਲ ਅਤੇ ਮੈੱਸ ਆਦਿ ਸਹੂਲਤਾਂ ਹੋਣਗੀਆਂ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਖਿਡਾਰੀਆਂ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਪੰਜਾਬ ਸਪੋਰਟਸ ਪੋਰਟਲ ਦੀ ਸ਼ੁਰੂਆਤ ਕੀਤੀ। ਖਿਡਾਰੀਆਂ ਵੱਲੋਂ ਲੰਮੇ ਸਮੇਂ ਤੋਂ ਅਜਿਹੇ ਪੋਰਟਲ ਦੀ ਮੰਗ ਕੀਤੀ ਜਾ ਰਹੀ ਸੀ। ਇਸ ਪੋਰਟਲ ਨਾਲ ਦੇਸ਼-ਵਿਦੇਸ਼ ਦੇ ਕਿਸੇ ਵੀ ਕੋਨੇ ਤੋਂ ਖਿਡਾਰੀ ਇਸ ਪੋਰਟਲ ’ਤੇ ਖਿਡਾਰੀਆਂ ਲਈ ਜਾਣਕਾਰੀ ਹਾਸਲ ਕਰਨ ਅਤੇ ਹੋਰ ਸਹੂਲਤਾਂ ਦਾ ਲਾਭ ਉਠਾ ਸਕਦਾ ਹੈ।

ਚੰਡੀਗੜ੍ਹ, 21 ਮਈ : ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਵੱਲੋਂ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਬਾਗ਼ਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਲੂਆਂ ਦੀ ਫਸਲ ਨੂੰ ਸਟੋਰ ਕਰਨ ਲਈ ਕੋਲਡ ਸਟੋਰੇਜ ਸਥਾਪਿਤ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰੰਤੂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਲੋੜੀਂਦਾ ਹੈ।

ਇਸ ਮੌਕੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਅਤੇ ਹੋਰ ਯੋਜਨਾਵਾਂ ਰਾਹੀਂ ਕੋਲਡ ਸਟੋਰੇਜ, ਗੋਦਾਮ ਅਤੇ ਪੈਕਿੰਗ ਯੂਨਿਟਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਨਿੱਜੀ ਤੌਰ ’ਤੇ ਰਾਬਤਾ ਕਾਇਮ ਕਰਨ ਅਤੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।

ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ’ਤੇ ਜ਼ੋਰ

ਚੰਡੀਗੜ੍ਹ/ਬਿਊਰੋ ਨਿਊਜ਼

ਵਿਸ਼ਵ ਵਿਆਪੀ ਤੇਲ ਸੰਕਟ ਦੇ ਵਧਦੇ ਅਸਰ ਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਤੇਲ ਬਚਾਉਣ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਹਾਈਕੋਰਟ ਨੇ ਬੱਚਤ ਨਿਯਮਾਂ ਨੂੰ ਅਪਣਾ ਕੇ ਨਿਆਇਕ ਅਤੇ ਪ੍ਰਸ਼ਾਸ਼ਕੀ ਕੰਮਕਾਜ ਵਿਚ ਵੱਡੇ ਬਦਲਾਅ ਲਾਗੂ ਕੀਤੇ ਹਨ, ਜਿਨ੍ਹਾਂ ਦਾ ਸਿੱਧਾ ਧਿਆਨ ਪੈਟਰੋਲ ਅਤੇ ਡੀਜ਼ਲ ਦੀ ਖਪਤ ਨੂੰ ਘਟਾਉਣ ਅਤੇ ਡਿਜ਼ੀਟਲ ਪ੍ਰਣਾਲੀ ਨੂੰੂ ਮਜ਼ਬੂਤ ਕਰਨ ’ਤੇ ਹੈ। ਹਾਈਕੋਰਟ ਪ੍ਰਸ਼ਾਸਨ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਹੁਣ ਜ਼ਿਆਦਾਤਰ ਮਾਮਲਿਆਂ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਹਾਈਕੋਰਟ ਨੇ ਰਜਿਸਟਰਾਰ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਉਹ ਸਾਰੀਆਂ ਧਿਰਾਂ ਨੂੰ ਵੀਡੀਓ ਲਿੰਕਾਂ ਦੀ ਸਮੇਂ ਸਿਰ ਉਪਲਬਧਤਾ, ਮਜ਼ਬੂਤ ਤਕਨੀਕੀ ਸਹਾਇਤਾ ਅਤੇ ਵਰਚੂਅਲ ਸੁਣਵਾਈ ਦੌਰਾਨ ਕਿਸੇ ਵੀ ਵਕੀਲ ਜਾਂ ਨਿਆਇਕ ਅਧਿਕਾਰੀ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਯਕੀਨੀ ਬਣਾਉਣ। ਏਨਾ ਹੀ ਨਹੀਂ ਜੱਜਾਂ ਨੂੰ ਵੀ ਤੇਲ ਬਚਾਉਣ ਦੇ ਲਈ ਕਾਰ ਪੂਲਿੰਗ ਅਪਨਾਉਣ ਦੀ ਸਲਾਹ ਦਿੱਤੀ ਗਈ ਹੈ।

ਮੰਡੀ ਗੋਬਿੰਦਗੜ੍ਹ, 21 ਮਈ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਫੈਕਲਟੀ ਆਫ ਐਗਰੀਕਲਚਰ ਐਂਡ ਲਾਈਫ ਸਾਇੰਸਜ਼ ਦੇ ਐਗ੍ਰਿਮ ਕਲੱਬ ਵੱਲੋਂ ਵਿਸ਼ਵ ਮਧੂ ਮੱਖੀ ਦਿਵਸ 2026 ਮੌਕੇ ਦੋਰਾਹਾ ਸਥਿਤ ਟਿਵਾਣਾ ਬੀ ਫਾਰਮ ਦਾ ਸਿੱਖਿਆਤਮਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ  ਸ਼ਹਿਦ ਦੀ ਮੱਖੀ ਪਾਲਣ ਦੀਆਂ ਤਕਨੀਕਾਂ ਅਤੇ ਪ੍ਰਕਿਰਿਆਵਾਂ ਬਾਰੇ ਪ੍ਰਯੋਗਾਤਮਕ ਜਾਣਕਾਰੀ ਪ੍ਰਾਪਤ ਹੋਈ, ਜਿਸ ਨਾਲ ਟਿਕਾਊ ਖੇਤੀਬਾੜੀ ਅਤੇ ਪਰਿਆਵਰਣਕ ਸੰਤੁਲਨ ਵਿੱਚ ਪਰਾਗਣ ਕਰਨ ਵਾਲੀਆਂ ਮੱਖੀਆਂ ਦੀ ਮਹੱਤਵਪੂਰਨ ਭੂਮਿਕਾ ਹੋਰ ਮਜ਼ਬੂਤ ਹੋਈ।

ਪ੍ਰੋਗਰਾਮ ਦੀ ਸ਼ੁਰੂਆਤ ਵਾਈਸ ਚਾਂਸਲਰ ਪ੍ਰੋ. (ਡਾ.) ਹਰਸ਼ ਸਦਾਵਰਤੀ ਦੇ ਪ੍ਰੇਰਣਾਦਾਇਕ ਸੰਬੋਧਨ ਨਾਲ ਹੋਈ। ਉਨ੍ਹਾਂ ਨੇ ਸ਼ਹਿਦ ਦੀਆਂ ਮੱਖੀਆਂ ਦੀ ਸੁਰੱਖਿਆ ਦੇ ਮਹੱਤਵ ਉੱਤੇ ਜ਼ੋਰ ਦਿੰਦਿਆਂ ਖੇਤੀਬਾੜੀ ਸਮੂਹਾਂ ਲਈ ਮੱਖੀ ਪਾਲਣ ਦੇ ਆਰਥਿਕ ਅਤੇ ਪਰਿਆਵਰਣਕ ਲਾਭਾਂ ਬਾਰੇ ਚਰਚਾ ਕੀਤੀ। ਫੈਕਲਟੀ ਆਫ ਐਗਰੀਕਲਚਰ ਐਂਡ ਲਾਈਫ ਸਾਇੰਸਜ਼ ਦੇ ਡੀਨ ਪ੍ਰੋ. (ਡਾ.) ਐਚ.ਕੇ. ਸਿੱਧੂ ਨੇ ਇਸ ਸਾਲ ਦੇ ਵਿਸ਼ਵ ਮਧੂ ਮੱਖੀ ਦਿਵਸ ਦੇ ਥੀਮ “ਲੋਕਾਂ ਅਤੇ ਧਰਤੀ ਲਈ ਇਕੱਠੇ ਮੱਖੀਆਂ ਦੀ ਰੱਖਿਆ: ਇੱਕ ਭਾਗੀਦਾਰੀ ਜੋ ਸਾਨੂੰ ਸਾਰਿਆਂ ਨੂੰ ਕਾਇਮ ਰੱਖਦੀ ਹੈ” ਬਾਰੇ ਜਾਣਕਾਰੀ ਦਿੱਤੀ ਅਤੇ ਪਰਿਆਵਰਣਕ ਸੰਤੁਲਨ ਅਤੇ ਖਾਧ ਸੁਰੱਖਿਆ ਵਿੱਚ ਮੱਖੀਆਂ ਦੇ ਅਹਿਮ ਯੋਗਦਾਨ ਨੂੰ ਉਜਾਗਰ ਕੀਤਾ।

ਪ੍ਰੋਗਰਾਮ ਦੇ ਆਯੋਜਕ ਡਾ. ਅਵਿਨਾਸ਼ ਕੁਮਾਰ ਭਾਟੀਆ ਨੇ ਵਿਦਿਆਰਥੀਆਂ ਨੂੰ ਸ਼ਹਿਦ ਦੇ ਮੱਖੀ ਪਾਲਣ ਕੇਂਦਰ ਵਿੱਚ ਵਿਹਾਰਕ ਪ੍ਰਦਰਸ਼ਨ ਕਰਵਾਏ ਅਤੇ ਬੂਟਿਆਂ ਅਤੇ ਜੀਵ-ਜੰਤੂਆਂ ਦੋਵਾਂ ਦੀ ਸੰਭਾਲ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪਰਿਆਵਰਣ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਪਰਾਗਣ ਕਰਨ ਵਾਲੀਆਂ ਮੱਖੀਆਂ ਦੀ ਸੁਰੱਖਿਆ ਬਾਰੇ ਲੋਕਾਂ ਵਿੱਚ ਜਾਗਰੂਕਤਾ ਵਧ ਸਕੇ।

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਵਿਭਾਗ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਐਗ੍ਰਿਮ ਕਲੱਬ ਦੀ ਪ੍ਰਸ਼ੰਸਾ ਕੀਤੀ, ਜਿਸ ਨੇ ਸਿੱਖਿਆਤਮਕ ਗਿਆਨ ਨੂੰ ਅਸਲ ਖੇਤੀਬਾੜੀ ਅਭਿਆਸ ਨਾਲ ਜੋੜਦਾ ਮੁੱਲ-ਆਧਾਰਿਤ ਅਤੇ ਜਾਗਰੂਕਤਾ ਕੇਂਦਰਿਤ ਪ੍ਰੋਗਰਾਮ ਆਯੋਜਿਤ ਕੀਤਾ।

ਦੌਰੇ ਦੌਰਾਨ ਵਿਦਿਆਰਥੀਆਂ ਨੇ ਸ਼ਹਿਦ ਦੀਆਂ ਮੱਖੀ ਦੇ ਛੱਤਿਆਂ ਦੇ ਪ੍ਰਬੰਧਨ ਕਾਰਜਾਂ ਦਾ ਨਿਰੀਖਣ ਕੀਤਾ, ਸੁਰੱਖਿਆ ਅਤੇ ਸੰਭਾਲ ਤਕਨੀਕਾਂ ਦੇ ਪ੍ਰਦਰਸ਼ਨ ਵੇਖੇ ਅਤੇ ਮੱਖੀਆਂ ਦੀ ਸੰਖਿਆ ਵਧਾਉਣ ਲਈ ਟਿਕਾਊ ਤਰੀਕਿਆਂ, ਜਿਵੇਂ ਆਵਾਸ ਸੰਭਾਲ ਅਤੇ ਪਰਾਗਣ-ਅਨੁਕੂਲ ਫਸਲੀ ਪ੍ਰਣਾਲੀਆਂ ਬਾਰੇ ਚਰਚਾ ਕੀਤੀ। ਵਿਦਿਆਰਥੀ ਇਸ ਦੌਰੇ ਤੋਂ ਵਧੇਰੇ ਪ੍ਰਯੋਗਾਤਮਕ ਗਿਆਨ ਅਤੇ ਭਵਿੱਖ ਵਿੱਚ ਖੇਤੀਬਾੜੀ ਕਾਰਜਾਂ ਵਿੱਚ ਮੱਖੀ-ਸਹਾਇਕ ਉਪਾਵਾਂ ਨੂੰ ਅਪਣਾਉਣ ਦੇ ਨਵੇਂ ਤਜ਼ਰਬੇ ਦੇਖੇ।

ਅਗਲੇ ਦਿਨ ਸੀਵੀਅਰ ਹੀਟ ਵੇਵ ਦਾ ਅਲਰਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅੱਜ ਸਵੇਰੇ ਅਚਾਨਕ ਮੌਸਮ ਨੇ ਆਪਣਾ ਮਿਜ਼ਾਜ਼ ਬਦਲਿਆ। ਇਸੇ ਦੌਰਾਨ ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਸਣੇ ਕਈ ਜਗ੍ਹਾ ਮੀਂਹ ਪੈਣ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਜਲੰਧਰ ਅਤੇ ਪਠਾਨਕੋਟ ਵਿਚ ਤਾਂ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲੀਆਂ ਹਨ। ਮੌਸਮ ਵਿਭਾਗ ਦਾ ਮੰਨਣਾ ਹੈ ਕਿ 24 ਮਈ ਤੋਂ 26 ਮਈ ਤੱਕ ਅਸਮਾਨ ਸਾਫ ਰਹੇਗਾ ਅਤੇ ਇਸ ਦੌਰਾਨ ਤਾਪਮਾਨ ਵਿਚ ਫਿਰ ਵਾਧਾ ਹੋ ਸਕਦਾ ਹੈ। ਇਸ ਨੂੰ ਦੇਖਦਿਆਂ ਪੰਜਾਬ ਵਿਚ ਸੀਵੀਅਰ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਗਰਮੀ ਨੂੰ ਦੇਖਦਿਆਂ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਵਿਸ਼ੇਸ਼ ਹੀਟ ਸਟਰੋਕ ਵਾਰਡ ਸਥਾਪਿਤ ਕੀਤੇ ਗਏ ਹਨ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨੇ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹੀਟ ਸਟਰੋਕ ਵਾਰਡਾਂ ਨੂੰ 24 ਘੰਟੇ ਚਾਲੂ ਰੱਖਿਆ ਜਾਵੇ। ਇਸੇ ਦੌਰਾਨ ਜ਼ਿਆਦਾ ਗਰਮੀ ਨੂੰ ਦੇਖਦਿਆਂ ਚੰਡੀਗੜ੍ਹ ਦੇ ਸਕੂਲਾਂ ਵਿਚ 25 ਮਈ ਤੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ/ਬਿਊਰੋ ਨਿਊਜ਼  
ਚੰਡੀਗੜ੍ਹ ਅਤੇ ਬਠਿੰਡਾ ਦੇ ਸਕੂਲਾਂ ਨੂੰ ਅੱਜ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਿਆਨ ਰਹੇ ਕਿ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਪਹਿਲਾਂ ਵੀ ਮਿਲੀਆਂ ਸਨ। ਇਸੇ ਦੌਰਾਨ ਅੱਜ ਵੀਰਵਾਰ ਸਵੇਰੇ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀਆਂ ਨਵੀਆਂ ਈਮੇਲਾਂ ਪ੍ਰਾਪਤ ਹੋਈਆਂ। ਇਸਦੇ ਚੱਲਦਿਆਂ ਚੰਡੀਗੜ੍ਹ ਪੁਲਿਸ ਅਤੇ ਬੰਬ ਖੋਜ ਦਸਤੇ ਪ੍ਰਭਾਵਿਤ ਸਕੂਲਾਂ ਵਿੱਚ ਪਹੁੰਚ ਗਏ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਜਿਨ੍ਹਾਂ ਸਕੂਲਾਂ ਨੂੰ ਧਮਕੀ ਭਰੀ ਈਮੇਲ ਮਿਲੀ ਹੈ ਉਨ੍ਹਾਂ ਵਿਚ ਸੇਂਟ ਸਟੀਫਨ ਸਕੂਲ ਸੈਕਟਰ 45, ਦਿੱਲੀ ਪਬਲਿਕ ਸਕੂਲ ਸੈਕਟਰ 40 ਅਤੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਸੈਕਟਰ 25 ਸ਼ਾਮਲ ਹਨ। ਇਸੇ ਦੌਰਾਨ ਬਠਿੰਡਾ ਵਿਚ ਵੀ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ। ਪੁਲਿਸ ਨੇ ਸਕੂਲ ਪ੍ਰਬੰਧਕਾਂ ਨੂੰ ਚੌਕਸੀ ਵਧਾਉਣ ਅਤੇ ਸਕੂਲਾਂ ਦੇ ਐਂਟਰੀ ਦਰਵਾਜ਼ਿਆਂ ’ਤੇ ਸਖਤ ਨਿਗਰਾਨੀ ਰੱਖਣ ਲਈ ਕਿਹਾ ਹੈ।  

ਕਿਹਾ : ਮੁੱਖ ਮੰਤਰੀ ਭਗਵੰਤ ਮਾਨ ਚੁਣਨ ਇਨਸਾਨੀਅਤ ਵਾਲਾ ਰਾਹ
ਚੰਡੀਗੜ੍ਹ/ਬਿਊਰੋ ਨਿਊਜ਼
ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਵਿਚ ਲਾਵਾਰਸ ਕੁੱਤਿਆਂ ਨੂੰ ਹਟਾਉਣ ਲਈ ਮੁਹਿੰਮ ਸ਼ੁਰੂ ਹੋ ਗਈ ਹੈ। ਇਸ ਨੂੰ ਲੈ ਕੇ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਪੰਜਾਬ ਸਰਕਾਰ ਵਲੋਂ ਲਾਵਾਰਸ ਕੁੱਤਿਆਂ ਨੂੰ ਹਟਾਉਣ ਲਈ ਚਲਾਈ ਗਈ ਮੁਹਿੰਮ ਸਬੰਧੀ ਇਕ ਪੋਸਟ ਸਾਂਝੀ ਕੀਤੀ ਹੈ। ਸੋਨਮ ਬਾਜਵਾ ਨੇ ਕਿਹਾ ਹੈ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ, ਸੁਪਰੀਮ ਕੋਰਟ ਵਲੋਂ ਲਾਵਾਰਸ ਕੁੱਤਿਆਂ ਨੂੰ ਵੱਡੇ ਪੱਧਰ ’ਤੇ ਖਤਮ ਕਰਨ ਦਾ ਹੁਕਮ ਨਹੀਂ ਦਿੱਤਾ ਗਿਆ। ਅਦਾਕਾਰਾ ਨੇ ਕਿਹਾ ਕਿ ਅਦਾਲਤ ਨੇ ਸੰਵੇਦਨਸ਼ੀਲ ਜਨਤਕ ਥਾਵਾਂ ’ਤੇ ਕੁੱਤਿਆਂ ਦੀ ਨਸਬੰਦੀ, ਟੀਕਾਕਰਨ ਅਤੇ ਆਸਰਾ ਦੇਣ ਦੇ ਨਾਲ-ਨਾਲ ਨਿਯਮਤ ਹਟਾਉਣ ਬਾਰੇ ਗੱਲ ਕੀਤੀ ਹੈ, ਨਾ ਕਿ ਸੜਕਾਂ ਤੋਂ ਕੁੱਤਿਆਂ ਨੂੰ ਹਟਾਉਣ ਬਾਰੇ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਵੀ ਬੇਜ਼ੁਬਾਨ ਜਾਨਵਰਾਂ ਲਈ ਮੌਤ ਦੀ ਸਜ਼ਾ ਨਹੀਂ ਬਣ ਸਕਦਾ। ਸੋਨਮ ਬਾਜਵਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਨੂੰ ਦਿਲੋਂ ਬੇਨਤੀ ਹੈ ਕਿ ਕਿਰਪਾ ਕਰਕੇ ਇਸ ਪਹੁੰਚ ’ਤੇ ਮੁੜ ਵਿਚਾਰ ਕਰੋ ਅਤੇ ਇਸ ਵਿਚ ਇਕ ਹਮਦਰਦੀ ਭਰਿਆ, ਮਨੁੱਖੀ ਹੱਲ ਚੁਣੋ।

ਹੁਣ ਰਿਸ਼ਤੇਦਾਰਾਂ ਦੇ ਅਧਾਰ ’ਤੇ ਨਹੀਂ ਮਿਲੇਗਾ ਦਾਖਲਾ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਨੇ ਅਕਾਦਮਿਕ ਸੈਸ਼ਨ 2026-27 ਦੇ ਲਈ ਐਨ.ਆਰ.ਆਈ. ਕੋਟੇ ਵਿਚ ਦਾਖਲੇ ਦੇ ਨਿਯਮਾਂ ਵਿਚ ਵੱਡਾ ਬਦਲਾਅ ਕੀਤਾ ਹੈ। ਯੂਨੀਵਰਸਿਟੀ ਪ੍ਰਸ਼ਾਸ਼ਨ ਨੇ ਐਨ.ਆਰ.ਆਈ. ਕੋਟੇ ਦੇ ਦੁਰਉਪਯੋਗ ਨੂੰ ਰੋਕਣ ਲਈ ਯੋਗਤਾ ਸ਼ਰਤਾਂ ਨੂੰ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਸਖਤ ਕਰ ਦਿੱਤਾ ਹੈ। ਹੁਣ ਤੱਕ ਵਿਦਿਆਰਥੀ ਆਪਣੇ ਚਾਚਾ, ਮਾਮਾ, ਦਾਦਾ-ਦਾਦੀ ਅਤੇ ਚਚੇਰੇ ਭਰਾਵਾਂ ਰਾਹੀਂ ਐਨ.ਆਰ.ਆਈ. ਕੋਟੇ ਲਈ ਅਰਜ਼ੀ ਦੇ ਸਕਦੇ ਸਨ। ਨਵੇਂ ਨਿਯਮਾਂ ਦੇ ਲਾਗੂ ਹੋਣ ਨਾਲ, ਸਿਰਫ ਅਸਲ ਐਨ.ਆਰ.ਆਈ. ਉਮੀਦਵਾਰ ਜਾਂ ਉਨ੍ਹਾਂ ਦੇ ਮਾਪੇ ਹੀ ਇਸ ਕੋਟੇ ਲਈ ਯੋਗ ਹੋਣਗੇ। ਰਿਸ਼ਤੇਦਾਰਾਂ ਰਾਹੀਂ ਦਾਖਲਾ ਲੈਣ ਦੀ ਪ੍ਰਥਾ ਨੂੰ ਖਤਮ ਕਰ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ 10 ਫੀਸਦੀ ਵਾਧੂ ਸੀਟਾਂ ਪਹਿਲਾਂ ਦੀ ਤਰ੍ਹਾਂ ਐਨ.ਆਰ.ਆਈ. ਅਤੇ ਉਨ੍ਹਾਂ ਦੇ ਬੱਚਿਆਂ ਦੇ ਲਈ ਰਾਖਵੀਆਂ ਰਹਿਣਗੀਆਂ। ਇਸ ਤੋਂ ਇਲਾਵਾ 25 ਫੀਸਦੀ ਸੀਟਾਂ ਵਿਦੇਸ਼ੀ ਨਾਗਰਿਕਾਂ ਦੇ ਲਈ ਸੁਰੱਖਿਅਤ ਰੱਖੀਆਂ ਗਈਆਂ ਹਨ।

ਚੰਡੀਗੜ੍ਹ : ਭਾਰਤ ਦੇ ਰਜਿਸਟਰਾਰ ਜਨਰਲ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਨਵੇਂ ਸੈਂਪਲ ਰਜਿਸਟ੍ਰੇਸ਼ਨ ਸਿਸਟਮ (ਐਸਆਰਐਸ) ਦੇ ਅੰਕੜਿਆਂ ਅਨੁਸਾਰ ਪੰਜਾਬ ਸਾਰੇ ਮੁੱਖ ਜੱਚਾ ਬੱਚਾ ਸਿਹਤ ਸੂਚਕਾਂ ਵਿੱਚ ਰਾਸ਼ਟਰੀ ਮਾਪਦੰਡਾਂ ਨੂੰ ਪਛਾੜ ਕੇ ਦੇਸ਼ ਭਰ ਦੇ ਹੈਲਥਕੇਅਰ ਡਿਲੀਵਰੀ ਸਿਸਟਮ ਵਿੱਚ ਮੋਹਰੀ ਬਣ ਕੇ ਉਭਰਿਆ ਹੈ।

ਪੰਜਾਬ ਦੀ ਪ੍ਰਾਪਤੀ ਨੂੰ ਉਜਾਗਰ ਕਰਦੇ ਹੋਏ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਜੱਚਾ ਮੌਤ ਦਰ (ਐਮਐਮਆਰ), ਬਾਲ ਮੌਤ ਦਰ (ਆਈਐਮਆਰ), ਨਵਜੰਮੇ ਬੱਚਿਆਂ ਦੀ ਮੌਤ ਦਰ (ਐਨਐਮਆਰ) ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਵਿੱਚ ਮਹੱਤਵਪੂਰਨ ਸੁਧਾਰ ਦਰਜ ਕੀਤੇ ਹਨ, ਜੋ ਕਿ ਪੰਜਾਬ ਸਰਕਾਰ ਦੇ ਜਨਤਕ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੂਬੇ ਭਰ ਵਿੱਚ ਮਿਆਰੀ ਜੱਚਾ-ਬੱਚਾ ਦੇਖਭਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਸਬੰਧੀ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ।

ਡਾ. ਬਲਬੀਰ ਸਿੰਘ ਨੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਦੀ ਜੱਚਾ ਮੌਤ ਦਰ ਪ੍ਰਤੀ ਲੱਖ ਜੀਵਤ ਜਨਮਾਂ ਪਿੱਛੇ ਘਟ ਕੇ 77 ਹੋ ਗਈ ਹੈ, ਜੋ ਕਿ ਰਾਸ਼ਟਰੀ ਔਸਤ 87 ਤੋਂ ਕਾਫ਼ੀ ਬਿਹਤਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਾਸ਼ਟਰੀ ਔਸਤ 24 ਦੇ ਮੁਕਾਬਲੇ ਬਾਲ ਮੌਤ ਦਰ (ਆਈਐਮਆਰ) ਮਹਿਜ਼ 16 ਦਰਜ ਕੀਤੀ ਗਈ ਹੈ, ਨਵਜੰਮੇ ਬੱਚਿਆਂ ਦੀ ਮੌਤ ਦਰ (ਐਨਐਮਆਰ) ਤਹਿਤ ਦੇਸ਼ ਦੀ ਔਸਤ 18 ਦੇ ਮੁਕਾਬਲੇ ਸੂਬੇ ਵਿੱਚ ਇਹ ਦਰ 11 ਦਰਜ ਕੀਤੀ ਹੈ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਰਾਸ਼ਟਰੀ ਪੱਧਰ ‘ਤੇ 28 ਅਤੇ ਪੰਜਾਜ ਵਿੱਚ 19 ਦਰਜ ਕੀਤੀ ਗਈ ਹੈ।

ਡਾ. ਬਲਬੀਰ ਸਿੰਘ ਨੇ ਕਿਹਾ, "ਪੰਜਾਬ ਨੇ ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਸ਼ਾਨਦਾਰ ਪ੍ਰਗਤੀ ਹਾਸਲ ਕੀਤੀ ਹੈ ਅਤੇ ਇਹ ਪ੍ਰਾਪਤੀਆਂ ਸਾਡੇ ਸਿਹਤ ਸੰਭਾਲ ਕਰਮਚਾਰੀਆਂ ਦੇ ਅਟੁੱਟ ਸਮਰਪਣ ਅਤੇ ਪੰਜਾਬ ਸਰਕਾਰ ਦੀ ਹਰੇਕ ਨਾਗਰਿਕ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।"

ਉਨ੍ਹਾਂ ਕਿਹਾ, "ਪੰਜਾਬ ਨੇ ਪਹਿਲਾਂ ਨਵਜੰਮੇ ਬੱਚਿਆਂ ਦੀ ਮੌਤ ਦਰ ਸਬੰਧੀ ਐਸਡੀਜੀ - 2030 ਟੀਚਾ ਸਰ ਕਰ ਲਿਆ ਹੈ। ਇਸ ਟੀਚੇ ਤਹਿਤ 12 ਤੋਂ ਘੱਟ ਦਰ ਹਾਸਲ ਕਰਦਿਆਂ ਪੰਜਾਬ ਨੇ ਇਹ ਟੀਚਾ 2030 ਦੀ ਸਮਾਂ ਸੀਮਾ ਤੋਂ ਬਹੁਤ ਪਹਿਲਾਂ ਹੀ ਪ੍ਰਾਪਤ ਕਰ ਲਿਆ ਹੈ।"

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਕੇਂਦਰ ਸਰਕਾਰ ਦੀ ਨਵੀਂ ਕਾਰਗੁਜ਼ਾਰੀ ਅਧਾਰਤ ਸਿਹਤ ਖੇਤਰ ਯੋਜਨਾ ਤਹਿਤ ਪੰਜਾਬ ਨੂੰ ਲਗਭਗ 400 ਕਰੋੜ ਰੁਪਏ ਦਾ ਵਿੱਤੀ ਪ੍ਰੋਤਸਾਹਨ ਮਿਲਣ ਦੀ ਸੰਭਾਵਨਾ ਹੈ।

ਡਾ: ਬਲਬੀਰ ਸਿੰਘ ਨੇ ਕਿਹਾ, "ਭਗਵੰਤ ਮਾਨ ਸਰਕਾਰ ਨੇ ਸੰਸਥਾਗਤ ਹੈਲਥਕੇਅਰ ਡਿਲੀਵਰੀ ਸਿਸਟਮ ਨੂੰ ਮਜ਼ਬੂਤ ਕਰਕੇ ਅਤੇ ਸੂਬੇ ਭਰ ਵਿੱਚ ਮਿਆਰੀ ਜੱਚਾ-ਬੱਚਾ ਦੇਖਭਾਲ ਸਹੂਲਤਾਂ ਨੂੰ ਯਕੀਨੀ ਬਣਾ ਕੇ ਪ੍ਰਜਨਨ ਅਤੇ ਬਾਲ ਸਿਹਤ ਸੰਭਾਲ ਲਈ ਇੱਕ ਵਿਆਪਕ ਪਹੁੰਚ ਅਪਣਾਈ ਹੈ। ਇਸ ਨੇ ਜੱਚਾ-ਬੱਚਾ ਮੌਤ ਦਰ ਸੂਚਕਾਂ ਨੂੰ ਘਟਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।"

ਫਰੰਟਲਾਈਨ ਸਿਹਤ ਸੰਭਾਲ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਉਨ੍ਹਾਂ ਦੇ ਅਣਥੱਕ ਯਤਨਾਂ ਨੇ ਪੰਜਾਬ ਭਰ ਵਿੱਚ ਸੁਰੱਖਿਅਤ ਗਰਭ ਅਵਸਥਾਵਾਂ ਅਤੇ ਜੱਚਾ-ਬੱਚਾ ਲਈ ਬਿਹਤਰ ਸਿਹਤ ਸੰਭਾਲ ਨਤੀਜਿਆਂ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਡਾ: ਬਲਬੀਰ ਸਿੰਘ ਨੇ ਕਿਹਾ, "ਇਹ ਵਿਸ਼ੇਸ਼ ਸਹੂਲਤਾਂ 24 ਘੰਟੇ ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਨੂੰ ਯਕੀਨੀ ਬਣਾ ਕੇ ਮਾਵਾਂ ਅਤੇ ਨਵਜੰਮੇ ਬੱਚਿਆਂ ਲਈ ਜੀਵਨ ਰੱਖਿਅਕ ਵਜੋਂ ਕੰਮ ਕਰ ਰਹੀਆਂ ਹਨ।"


ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਦਰਤੀ ਜਣੇਪੇ ਨੂੰ ਉਤਸ਼ਾਹਿਤ ਕਰਨ ਅਤੇ ਇੱਕ ਵਿਸ਼ੇਸ਼ ਸਿਹਤ ਸੰਭਾਲ ਕਾਡਰ ਬਣਾ ਕੇ ਬੇਲੋੜੇ ਸੀਜ਼ੇਰੀਅਨ ਸੈਕਸ਼ਨਾਂ ਨੂੰ ਘਟਾਉਣ ਲਈ ਵਿਆਪਕ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਟਿਆਲਾ ਦੇ ਵੱਕਾਰੀ ਨੈਸ਼ਨਲ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ (ਐਨਐਮਟੀਆਈ) ਤੋਂ ਨਰਸ ਪ੍ਰੈਕਟੀਸ਼ਨਰਸ ਇੰਨ ਮਿਡਵਾਈਫਰੀ (ਐਨਪੀਐਮ) ਦੇ ਤਿੰਨ ਬੈਚਾਂ ਨੂੰ ਸਫਲਤਾਪੂਰਵਕ ਮੁਕੰਮਲ ਕੀਤਾ ਗਿਆ ਹੈ।

ਡਾ: ਬਲਬੀਰ ਸਿੰਘ ਨੇ ਕਿਹਾ, "ਭਗਵੰਤ ਮਾਨ ਸਰਕਾਰ ਸਿਖਲਾਈ ਪ੍ਰਾਪਤ ਮਿਡਵਾਈਫਸ ਰਾਹੀਂ ਟਾਲਣਯੋਗ ਸੀਜ਼ੇਰੀਅਨ ਪ੍ਰਕਿਰਿਆਵਾਂ ਵਿੱਚ ਕਮੀ ਲਿਆਉਣ ਅਤੇ ਸੁਰੱਖਿਅਤ ਜਣੇਪੇ ਲਈ ਲਗਾਤਾਰ ਕੰਮ ਕਰ ਰਹੀ ਹੈ।"

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨਾਲ ਸੂਬੇ ਦੇ ਬੁਨਿਆਦੀ ਸਿਹਤ ਸੰਭਾਲ ਨੈੱਟਵਰਕ ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਹਨਾਂ ਕਲੀਨਿਕਾਂ ਵਿੱਚ ਹੁਣ ਗਰਭਵਤੀ ਮਾਵਾਂ ਨੂੰ ਜਨਮ ਤੋਂ ਪਹਿਲਾਂ ਦੀ ਦੇਖਭਾਲ (ਏਐਨਸੀ) ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਜਣੇਪੇ ਨਾਲ ਸਬੰਧਤ ਖਰਚਿਆਂ ਨੂੰ ਖਤਮ ਕਰਨ ਲਈ, ਵਿਸ਼ੇਸ਼ ਅਲਟਰਾਸਾਊਂਡ ਸਕੈਨ ਸਮੇਤ ਸਾਰੇ ਜ਼ਰੂਰੀ ਡਾਇਗਨੌਸਟਿਕ ਅਤੇ ਦਵਾਈਆਂ ਪੂਰੀ ਤਰ੍ਹਾਂ ਮੁਫਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਇਹ ਇਤਿਹਾਸਕ ਮੀਲ ਪੱਥਰ ਤਹਿਤ ਸ਼ਾਨਦਾਰ 99.86 ਫ਼ੀਸਦ ਸੰਸਥਾਗਤ ਡਿਲੀਵਰੀ ਦਰ ਹਾਸਲ ਕੀਤੀ ਗਈ ਹੈ ਜੋ ਫਲੈਗਸ਼ਿਪ ਸਿਹਤ ਸਕੀਮਾਂ ਜਿਵੇਂ ਕਿ ਅਨੀਮੀਆ ਮੁਕਤ ਭਾਰਤ (ਏਐਮਬੀ), ਸੁਰੱਕਸ਼ਿਤ ਮਾਤ੍ਰਿਤਵਾ ਅਸ਼ਵਾਸਨ (ਐਸਯੂਐਮਏਐਨ), ਲੇਬਰ ਰੂਮ ਕੁਆਲਿਟੀ ਇਮਪ੍ਰੂਵਮੈਂਟ ਇਨੀਸ਼ੀਏਟਿਵ (ਐਲਏ ਕਿਊਐਸਐਚਵਾਈਏ), ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀਐਮਐਮਵੀਵਾਈ), ਜਨਨੀ ਸ਼ਿਸ਼ੂ ਸੁਰੱਖਿਆ ਕਾਰਿਯਾਕ੍ਰਮ (ਜੇਐਸਐਸਕੇ), ਜਨਨੀ ਸ਼ੁਰੱਕਸ਼ਾ ਯੋਜਨਾ (ਜੇਐਸਵਾਈ) ਅਤੇ ਪ੍ਰਧਾਨ ਮੰਤਰੀ ਸੁਰੱਕਸ਼ਿਤ ਮਾਤ੍ਰਿਤਵਾ ਅਭਿਆਨ (ਪੀਐਮਐਸਐਮਏ) ਦੇ ਬਿਹਤਰ ਲਾਗੂਕਰਨ ਨਾਲ ਸੰਭਵ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਟੀਮਾਂ ਨਿਯਮਿਤ ਤੌਰ 'ਤੇ ਇਨ੍ਹਾਂ ਗਰਭਵਤੀ ਔਰਤਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਸਿਹਤ ਦਾ ਮੁਲਾਂਕਣ ਕਰਦੀਆਂ ਹਨ ਅਤੇ ਮਹੱਤਵਪੂਰਨ ਸਿਹਤ ਸੂਚਕਾਂ ਦੀ ਨਿਗਰਾਨੀ ਕਰਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਮਿਲ ਸਕੇ।

ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਗਰਮੀ ਦੇ ਆਪਣੇ ਸਿਖਰ ’ਤੇ ਹੋਣ ਦੇ ਨਾਲ 9 ਦਿਨਾਂ ਦੀ ਬੇਹੱਦ ਤੇਜ਼ ਗਰਮੀ ਦੀ ਪਰੰਪਰਾਗਤ ਮਿਆਦ ਜਿਸ ਨੂੰ ਨੌਤਪਾ ਵਜੋਂ ਜਾਣਿਆ ਜਾਂਦਾ ਹੈ, ਉਹ 25 ਮਈ ਤੋਂ ਸ਼ੁਰੂ ਹੋ ਕੇ 2 ਜੂਨ ਤੱਕ ਜਾਰੀ ਰਹਿ ਸਕਦੀ ਹੈ। ਇਸ ਕਾਰਨ ਪੂਰੇ ਉੱਤਰੀ ਭਾਰਤ ਵਿੱਚ ਅੱਤ ਦੀ ਲੂ ਦੀ ਸਥਿਤੀ, ਤੱਤੀਆਂ ਹਵਾਵਾਂ ਅਤੇ ਸਿਹਤ ਦੇ ਜੋਖਮਾਂ ਬਾਰੇ ਚਿਤਾਵਨੀਆਂ ਜਾਰੀ ਹੋ ਗਈਆਂ ਹਨ। ਨੌਤਪਾ ਸ਼ਬਦ ਦੀਆਂ ਜੜ੍ਹਾਂ ਰਾਜਸਥਾਨ ਦੀਆਂ ਲੋਕ ਕਥਾਵਾਂ ਅਤੇ ਸੱਭਿਆਚਾਰਕ ਪਰੰਪਰਾਵਾਂ ਵਿੱਚ ਹਨ। ਰਾਜਸਥਾਨ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ ਇਹ ਸ਼ਬਦ ਉਸ ਮਿਆਦ ਨੂੰ ਦਰਸਾਉਂਦਾ ਹੈ ਜਦੋਂ ਸੂਰਜ ਰੋਹਿਣੀ ਨਕਸ਼ਤਰ ਵਿੱਚੋਂ ਲੰਘਦਾ ਹੈ, ਜਿਸ ਨੂੰ ਰਵਾਇਤੀ ਤੌਰ ’ਤੇ ਸਾਲ ਦਾ ਸਭ ਤੋਂ ਗਰਮ ਪੜਾਅ ਮੰਨਿਆ ਜਾਂਦਾ ਹੈ। ਹਾਲਾਂਕਿ ਇਹ ਸੰਕਲਪ ਰਾਜਸਥਾਨ ਨਾਲ ਮਜ਼ਬੂਤੀ ਨਾਲ ਜੁੜਿਆ ਹੋਇਆ ਹੈ, ਪਰ ਇਸਦਾ ਪ੍ਰਭਾਵ ਪੰਜਾਬ, ਹਰਿਆਣਾ, ਦਿੱਲੀ-ਐੱਨਸੀਆਰ, ਉੱਤਰ ਪ੍ਰਦੇਸ਼ ਅਤੇ ਉੱਤਰ-ਪੱਛਮੀ ਭਾਰਤ ਦੇ ਹੋਰ ਹਿੱਸਿਆਂ ਵਿੱਚ ਵਿਆਪਕ ਤੌਰ ’ਤੇ ਮਹਿਸੂਸ ਕੀਤਾ ਜਾਂਦਾ ਹੈ। ਮੌਸਮ ਦੀ ਭਵਿੱਖਬਾਣੀ, ਜੋ ਵਿਗਿਆਨਕ ਵਿਸ਼ਲੇਸ਼ਣ ’ਤੇ ਅਧਾਰਤ ਹੈ, ਉਹ ਵੀ ਇੱਕ ਬਹੁਤ ਹੀ ਸਖਤ ਗਰਮੀ ਦੀ ਮਿਆਦ ਦੀ ਭਵਿੱਖਬਾਣੀ ਕਰਦੀ ਹੈ। ਇਸੇ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਅਪੀਲ ਕੀਤੀ ਹੈ ਅਤੇ ਦੁਪਹਿਰ ਸਮੇਂ ਬਗੈਰ ਕਿਸੇ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਹੈ।

ਚੰਡੀਗੜ੍ਹ;  ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ।ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ। ਇਸ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਇੰਡੀਅਨ ਹਾਕੀ ਫੈਡਰੇਸ਼ਨ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਇਹ ਸਮਾਗਮ ਭਾਰਤੀ ਹਾਕੀ ਵਿੱਚ ਪੰਜਾਬ ਦੀ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗਾ।

'ਹਾਕੀ ਇੰਡੀਆ' ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੱਸਾ ਲੈਣ ਵਾਲੇ ਖਿਡਾਰੀਆਂ ਅਤੇ ਅਧਿਕਾਰੀਆਂ ਲਈ ਵਿਸ਼ਵ ਪੱਧਰੀ ਪ੍ਰਬੰਧ, ਪੁਖਤਾ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, "ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਸਾਡੀ ਧਰਤੀ 'ਤੇ ਅਜਿਹੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਨਾਲ ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਲਈ ਹੋਰ ਪ੍ਰੇਰਣਾ ਮਿਲੇਗੀ।"
ਮੁੱਖ ਮੰਤਰੀ ਨੇ ਦੱਸਿਆ ਕਿ ਏਸ਼ੀਅਨ ਖੇਡਾਂ 3-4 ਅਕਤੂਬਰ ਨੂੰ ਸਮਾਪਤ ਹੋਣਗੀਆਂ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਸਿਖਰਲੀਆਂ ਛੇ ਹਾਕੀ ਟੀਮਾਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਭਿੜਨਗੀਆਂ। ਉਨ੍ਹਾਂ ਅੱਗੇ ਕਿਹਾ, "ਮੇਜ਼ਬਾਨੀ ਦਾ ਅਧਿਕਾਰ ਮਿਲਣਾ ਖੇਡਾਂ ਦੇ ਖੇਤਰ ਵਿੱਚ ਪੰਜਾਬ ਲਈ ਵੱਡੀ ਪ੍ਰਾਪਤੀ ਹੈ ਅਤੇ ਪੰਜਾਬ ਨੂੰ ਆਖਰਕਾਰ ਇੰਨੇ ਵੱਡੇ ਪੱਧਰ ਦੇ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਲਈ ' ਚਾਰ ਦੇਸ਼ੀ ਟੂਰਨਾਮੈਂਟ' ਦੇ ਰੂਪ ਵਿੱਚ ਇੱਕ ਹੋਰ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਨਾਲ ਸੂਬੇ ਵਿੱਚ ਹਾਕੀ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੂਬੇ ਦੇ ਖੇਡ ਗੌਰਵ ਨੂੰ ਬਹਾਲ ਕਰਨ ਲਈ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ, ਉਨ੍ਹਾਂ ਨੇ ਸਾਰਿਆਂ ਨੂੰ ਖੇਡਾਂ ਰਾਹੀਂ "ਰੰਗਲਾ ਪੰਜਾਬ" ਬਣਾਉਣ ਲਈ ਸਮੂਹਿਕ ਤੌਰ 'ਤੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਏਸ਼ੀਅਨ ਹਾਕੀ ਕੱਪ ਦੇ ਰੂਪ ਵਿੱਚ ਅੰਤਰਰਾਸ਼ਟਰੀ ਮੁਕਾਬਲੇ ਦਾ ਆਯੋਜਨ ਕਰੇਗਾ, ਜੋ ਖੇਡਾਂ ਦੇ ਪੁਰਾਤਨ ਗੌਰਵ ਨੂੰ ਬਹਾਲ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ।"
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦਹਾਕਿਆਂ ਤੋਂ ਦੇਸ਼ ਨੂੰ ਕੁਝ ਬਿਹਤਰੀਨ ਹਾਕੀ ਖਿਡਾਰੀ ਦਿੱਤੇ ਹਨ, ਪਰ ਇਸ ਦੇ ਬਾਵਜੂਦ ਸੂਬੇ ਨੇ ਪਹਿਲਾਂ ਕਦੇ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ ਸੀ। ਉਨ੍ਹਾਂ ਕਿਹਾ, "ਅਕਤੂਬਰ ਵਿੱਚ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਆਖਰਕਾਰ ਉਸ ਇਤਿਹਾਸਕ ਪਾੜੇ ਨੂੰ ਦੂਰ ਕਰੇਗੀ ਅਤੇ ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਅਤੇ ਖੇਡ ਸੱਭਿਆਚਾਰ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਏਸ਼ੀਆ ਦੇ ਇਸ ਸਭ ਤੋਂ ਵੱਕਾਰੀ ਹਾਕੀ ਟੂਰਨਾਮੈਂਟ ਦੇ ਮੈਚ ਮੋਹਾਲੀ ਦੇ ਇਤਿਹਾਸਕ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਖੇਡੇ ਜਾਣਗੇ। ਮੁੱਖ ਮੰਤਰੀ ਨੇ ਕਿਹਾ, "ਇਸ ਸਮਾਗਮ ਦੀ ਸਫਲ ਮੇਜ਼ਬਾਨੀ ਆਲਮੀ ਖੇਡ ਨਕਸ਼ੇ 'ਤੇ ਪੰਜਾਬ ਦੇ ਅਕਸ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰੇਗੀ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ: "ਅੱਜ ਮੈਂ ਪੰਜਾਬ ਵਿੱਚ ਕਰਵਾਈ ਜਾਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੰਡੀਅਨ ਹਾਕੀ ਦੇ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ।"
ਉਨ੍ਹਾਂ ਆਪਣੀ ਪੋਸਟ ਦੇ ਅੰਤ ਵਿੱਚ ਲਿਖਿਆ, "ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਸਾਡੀ ਧਰਤੀ 'ਤੇ ਅਜਿਹੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਲਈ ਹੋਰ ਪ੍ਰੇਰਿਤ ਕਰੇਗੀ। ਤੁਹਾਡੀ ਸਰਕਾਰ ਇਸ ਆਲਮੀ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਲਈ ਸ਼ਾਨਦਾਰ ਪ੍ਰਬੰਧ, ਪੁਖਤਾ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਆਓ ਆਪਾਂ ਸਾਰੇ ਮਿਲ ਕੇ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ 'ਰੰਗਲਾ ਪੰਜਾਬ' ਸਿਰਜੀਏ।"

ਹਲਵਾਰਾ : ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਦ੍ਰਿੜ੍ਹ ਯਤਨਾਂ ਅਤੇ ਵਿੱਤੀ ਵਚਨਬੱਧਤਾ ਸਦਕਾ ਮੁਕੰਮਲ ਹੋਇਆ ਇਹ ਲੰਬੇ ਸਮੇਂ ਤੋਂ ਲਟਕ ਰਿਹਾ ਪ੍ਰੋਜੈਕਟ ਪੂਰੇ ਖੇਤਰ ਵਿੱਚ ਵਪਾਰ, ਉਦਯੋਗ, ਨਿਵੇਸ਼ ਅਤੇ ਰੋਜ਼ਗਾਰ ਨੂੰ ਹੁਲਾਰਾ ਦੇਵੇਗਾ। ਉਡਾਣਾਂ ਸ਼਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਏਅਰਪੋਰਟ ਟਰਮੀਨਲ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਇਸ ਹਵਾਈ ਅੱਡੇ ਦੀ ਸ਼਼ੁਰੂਆਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਲਿਆਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਪੰਜਾਬ ਸਰਕਾਰ ਵੱਲੋਂ ਹਵਾਈ ਅੱਡੇ ਦੇ ਵਿਕਾਸ ’ਤੇ ਲਗਪਗ 54.67 ਕਰੋੜ ਰੁਪਏ ਖ਼ਰਚਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਲਵਾਰਾ ਤੋਂ ਨਿਯਮਤ ਉਡਾਣਾਂ ਸ਼਼ੁਰੂ ਹੋਣ ਨਾਲ ਨਾ ਸਿਰਫ਼ ਪੰਜਾਬ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਸਗੋਂ ਸੂਬੇ ਵਿੱਚ ਉਦਯੋਗਿਕ ਨਿਵੇਸ਼ ਅਤੇ ਵਪਾਰਕ ਗਤੀਵਿਧੀਆਂ ਲਈ ਵੀ ਨਵੇਂ ਰਾਹ ਖੁੱਲ੍ਹਣਗੇ। ਸੁਤੰਤਰਤਾ ਸੰਗਰਾਮੀਆਂ ਅਤੇ ਮਹਾਨ ਸੰਤਾਂ ਦੀ ਵਿਰਾਸਤ ਦਾ ਸਨਮਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਣਥੱਕ ਯਤਨਾਂ ਸਦਕਾ ਮੋਹਾਲੀ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਅਤੇ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ’ਤੇ ਰੱਖੇ ਜਾਣ ਤੋਂ ਬਾਅਦ ਹੁਣ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣਗੇ।
ਹਵਾਈ ਅੱਡੇ ਦੇ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਹ ਹਵਾਈ ਅੱਡਾ ਹੁਣ ਸ਼ੁਰੂ ਹੋ ਗਿਆ ਹੈ। ਇਸ ਕਦਮ ਦੇ ਪਿੱਛੇ ਇੱਕੋ ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ, ਕਿਫ਼ਾਇਤੀ ਅਤੇ ਆਰਾਮਦਾਇਕ ਹਵਾਈ ਸਫ਼ਰ ਦੀ ਸਹੂਲਤ ਮਿਲ ਸਕੇ।”
ਉਨ੍ਹਾਂ ਅੱਗੇ ਕਿਹਾ, “ਇਹ ਹਵਾਈ ਅੱਡਾ ਇਸ ਖੇਤਰ ਦੇ ਨਾਲ-ਨਾਲ ਦੇਸ਼ ਦੇ ਹੋਰ ਹਿੱਸਿਆਂ ਦੇ ਉੱਦਮੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਪੰਜਾਬ ਆਉਣ-ਜਾਣ ਵਿੱਚ ਮਦਦ ਕਰੇਗਾ, ਜਿਸ ਨਾਲ ਵਪਾਰ, ਕਾਰੋਬਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।”
ਪਹਿਲਾਂ ਦਰਪੇਸ਼ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦਿੱਲੀ-ਐਨ.ਸੀ.ਆਰ. ਲਈ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਲੋਕਾਂ, ਖ਼ਾਸ ਕਰਕੇ ਉਦਯੋਗਪਤੀਆਂ ਨੂੰ ਸੜਕ ਰਸਤੇ ਦੇਸ਼ ਦੀ ਰਾਜਧਾਨੀ ਜਾਣ ਸਮੇਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਨਾਲ ਨਾ ਸਿਰਫ਼ ਬੇਲੋੜੀ ਖੱਜਲ-ਖ਼ੁਆਰੀ ਹੁੰਦੀ ਸੀ, ਸਗੋਂ ਸਮੇਂ, ਪੈਸੇ ਅਤੇ ਊਰਜਾ ਦਾ ਵੀ ਵੱਡਾ ਨੁਕਸਾਨ ਹੁੰਦਾ ਸੀ।”
ਉਨ੍ਹਾਂ ਅੱਗੇ ਕਿਹਾ, “ਇਸ ਹਵਾਈ ਅੱਡੇ ਦੇ ਚਾਲੂ ਹੋਣ ਨਾਲ ਖੇਤਰ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਦੁਨੀਆ ਭਰ ਦੇ ਪ੍ਰਮੁੱਖ ਉੱਦਮੀ ਪੰਜਾਬ ਵਿੱਚ ਵੱਡਾ ਨਿਵੇਸ਼ ਕਰਨ ਲਈ ਆਕਰਸ਼ਿਤ ਹੋਣਗੇ।”
ਹਵਾਈ ਅੱਡੇ ਦੇ ਆਰਥਿਕ ਪ੍ਰਭਾਵ `ਤੇ ਭਰੋਸਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਹਵਾਈ ਅੱਡਾ ਪੰਜਾਬ ਵਿੱਚ ਉਦਯੋਗੀਕਰਨ ਨੂੰ ਤੇਜ਼ ਕਰਨ ਵਿੱਚ ਮਦਦਗਾਰ ਵਜੋਂ ਕੰਮ ਕਰੇਗਾ ਅਤੇ ਸੂਬੇ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਹੋਰ ਮਜ਼ਬੂਤੀ ਨਾਲ ਸਥਾਪਿਤ ਕਰੇਗਾ।”
ਕੁਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, “ਯਾਤਰੀਆਂ ਦੀ ਸਹੂਲਤ ਲਈ ਜਲਦੀ ਹੀ ਹਲਵਾਰਾ ਹਵਾਈ ਅੱਡੇ ਤੋਂ ਹੋਰ ਉਡਾਣਾਂ ਸ਼਼ੁਰੂ ਕੀਤੀਆਂ ਜਾਣਗੀਆਂ। ਬਿਹਤਰ ਹਵਾਈ ਕੁਨੈਕਟੀਵਿਟੀ ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਸੂਬੇ ਦੀ ਤਰੱਕੀ ਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਵਿੱਚ ਅਹਿਮ ਭੂਮਿਕਾ ਨਿਭਾਏਗੀ।”
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦੀ ਮੰਗ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਮਹਿਜ਼ 19 ਸਾਲ ਦੀ ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੇ ਲੱਖਾਂ ਲੋਕਾਂ ਨੂੰ ਬ੍ਰਿਟਿਸ਼ ਸਾਮਰਾਜਵਾਦ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ।”

ਉਨ੍ਹਾਂ ਕਿਹਾ, "ਸ਼ਹੀਦ-ਏ-ਆਜ਼ਮ ਭਗਤ ਸਿੰਘ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਆਪਣਾ ਰੋਲ ਮਾਡਲ ਮੰਨਦੇ ਸਨ। ਹਲਵਾਰਾ ਹਵਾਈ ਅੱਡੇ ਦਾ ਨਾਮ ਉਨ੍ਹਾਂ ਦੇ ਨਾਂ 'ਤੇ ਰੱਖਣਾ ਉਸ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜੋ ਇਸ ਖੇਤਰ ਨਾਲ ਸਬੰਧਤ ਸਨ ਅਤੇ ਜੋ ਪਹਿਲਾਂ ਹਵਾਬਾਜ਼ੀ ਦੀ ਪੜ੍ਹਾਈ ਕਰਨ ਲਈ ਬਰਕਲੇ ਯੂਨੀਵਰਸਿਟੀ ਗਏ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਹਿੱਸਾ ਲੈਣ ਲਈ ਵਾਪਸ ਪਰਤੇ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਮਿੱਟੀ ਦੇ ਹਰ ਕਿਣਕੇ ਵਿੱਚ ਉਨ੍ਹਾਂ ਦੀ ਮਹਾਨ ਵਿਰਾਸਤ ਸਮੋਈ ਹੈ। ਪੰਜਾਬ ਵਿਧਾਨ ਸਭਾ ਨੇ 22 ਮਾਰਚ, 2023 ਨੂੰ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਸੀ, ਜਿਸ ਵਿੱਚ ਭਾਰਤ ਸਰਕਾਰ ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਗਈ ਸੀ।”

ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਗ਼ਦਰ ਪਾਰਟੀ ਦੇ ਆਗੂ ਵਜੋਂ ਉਨ੍ਹਾਂ ਨੇ ਦੇਸ਼-ਵਿਦੇਸ਼ ਵਿੱਚ ਭਾਰਤ ਦੀ ਆਜ਼ਾਦੀ ਲਈ ਅਣਥੱਕ ਯਤਨ ਕੀਤੇ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਪਹਿਲਾਂ, ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਸੀ। ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਸਾਡੇ ਸ਼ਹੀਦਾਂ ਪ੍ਰਤੀ ਇੱਕ ਹੋਰ ਨਿਮਰ ਸ਼ਰਧਾਂਜਲੀ ਹੋਵੇਗੀ।”

ਉਨ੍ਹਾਂ ਅੱਗੇ ਕਿਹਾ, “ਸ਼ਹੀਦਾਂ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਂ ਮਹਾਨ ਸ਼ਹੀਦਾਂ ਅਤੇ ਸ਼ਖਸੀਅਤਾਂ ਦੇ ਨਾਂ ‘ਤੇ ਰੱਖਣਾ ਸਾਡੀ ਸਰਕਾਰ ਦੀ ਅਹਿਮ ਪਹਿਲਕਦਮੀ ਰਹੀ ਹੈ। ਆਦਮਪੁਰ ਹਵਾਈ ਅੱਡੇ ਦਾ ਨਾਂ ਵੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ‘ਤੇ ਰੱਖਿਆ ਗਿਆ ਹੈ।”

ਹਵਾਬਾਜ਼ੀ ਸਿਖਲਾਈ ਸੰਸਥਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਨੌਜਵਾਨ ਪਾਇਲਟਾਂ ਨੂੰ ਸਿਖਲਾਈ ਦੇਣ ਲਈ ਸਾਹਨੇਵਾਲ ਹਵਾਈ ਅੱਡੇ ਦੀ ਇਮਾਰਤ ਦੀ ਵਰਤੋਂ ਸਬੰਧੀ ਵੀ ਠੋਸ ਯਤਨ ਕੀਤੇ ਜਾਣਗੇ। ਨੌਜਵਾਨਾਂ ਨੂੰ ਪਹਿਲਾਂ ਹੀ ਕਿਫਾਇਤੀ ਦਰਾਂ 'ਤੇ ਹਵਾਬਾਜ਼ੀ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਨਤਕ ਹਿੱਤ ਵਿੱਚ ਹਲਵਾਰਾ ਹਵਾਈ ਅੱਡੇ ਤੋਂ ਉਡਾਣ ਦੇ ਸਮੇਂ ਨੂੰ ਬਦਲਣ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ।”

ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਹਿੱਤਾਂ ਦੀ ਰਾਖੀ ਅਤੇ ਇਸ ਦੀ ਨਿਰੰਤਰ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.