Monday, 20 April 2026

• ਮਾਨ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ: ਅਮਨ ਅਰੋੜਾ

• ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਡਿਗਰੀ ਕਾਲਜ ਸਥਾਪਤ ਕਰਨ ਦੇ ਐਲਾਨ ਲਈ ਵੀ ਕੀਤਾ ਧੰਨਵਾਦ

ਚੰਡੀਗੜ੍ਹ :– 
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੇ ਬਜਟ 2026-27 ਨੂੰ ਇਤਿਹਾਸਕ ਅਤੇ ਪਰਿਵਰਤਨਸ਼ੀਲ ਦੱਸਿਆ ਜੋ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਪੰਜਵੀਂ ਅਤੇ ਇਕਲੌਤੀ ਬਾਕੀ ਬਚੀ ਵੱਡੀ ਗਰੰਟੀ ਦੀ ਪੂਰਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਇਸ ਮੌਕੇ ਨੂੰ ਸੂਬੇ ਦੇ ਇਤਿਹਾਸ ਦਾ ਇੱਕ "ਸੁਨਹਿਰੀ ਅਧਿਆਇ" ਦੱਸਿਆ, ਜੋ ਔਰਤਾਂ ਦੇ ਸਸ਼ਕਤੀਕਰਨ ਨੂੰ ਸਮਰਪਿਤ ਹੈ।

ਪੰਜਾਬ ਵਿਧਾਨ ਸਭਾ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਅਹਿਮ ਮੌਕੇ ਸਾਰੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਤੋਂ ਪ੍ਰੇਰਿਤ ਹੋ ਕੇ ਅੱਜ ਪੰਜਾਬ ਦੀ ਹਰ ਔਰਤ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਵਾਅਦੇ ਨੂੰ ਪੂਰਾ ਕੀਤਾ ਹੈ।

ਇਸ ਪ੍ਰਮੁੱਖ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਜਨਰਲ ਵਰਗ ਦੇ ਪਰਿਵਾਰਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦੋਂ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ, "ਇਹ ਸਿਰਫ਼ ਇੱਕ ਯੋਜਨਾ ਨਹੀਂ ਹੈ, ਸਗੋਂ ਦੁਨੀਆ ਦੀ ਆਪਣੀ ਕਿਸਮ ਦੀ ਸਭ ਤੋਂ ਵੱਡੀ ਪਹਿਲਕਦਮੀ ਹੈ, ਜੋ ਸਾਡੇ ਸੂਬੇ ਦੀਆਂ ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।"

ਉਨ੍ਹਾਂ ਕਿਹਾ ਕਿ 'ਆਪ' ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਪ੍ਰਮੁੱਖ ਵਾਅਦੇ ਪੂਰੇ ਕੀਤੇ ਹਨ, ਜਿਨ੍ਹਾਂ ਵਿੱਚ ਸਿੱਖਿਆ ਕ੍ਰਾਂਤੀ, ਮੁਫ਼ਤ ਬਿਜਲੀ, ਸਿਹਤ ਸੰਭਾਲ ਕ੍ਰਾਂਤੀ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ, ਨੌਜਵਾਨਾਂ ਲਈ ਰਿਕਾਰਡ ਸਰਕਾਰੀ ਨੌਕਰੀਆਂ ਅਤੇ ਹੁਣ ਔਰਤਾਂ ਨੂੰ ਮਜਬੂਤ ਬਣਾਉਣ ਲਈ ਮਹੀਨਾਵਾਰ ਵਿੱਤੀ ਸਹਾਇਤਾ ਸ਼ਾਮਲ ਹੈ ਜੋ ਆਖਰਕਾਰ ਇਸ ਬਜਟ ਵਿੱਚ ਪੂਰੀ ਕੀਤੀ ਗਈ ਮੁੱਖ ਗਰੰਟੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, "ਪਿਛਲੀਆਂ ਸਰਕਾਰਾਂ ਵੱਲੋਂ ਕਰਜ਼ੇ ਨਾਲ ਭਰਿਆ ਖਜ਼ਾਨਾ ਮਿਲਣ ਦੇ ਬਾਵਜੂਦ, ਸੂਬਾ ਸਰਕਾਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਵਿੱਤੀ ਅਗਵਾਈ ਹੇਠ ਨਾ ਸਿਰਫ਼ ਸੂਬੇ ਦਾ ਵਿੱਤੀ ਪ੍ਰਬੰਧਨ ਬੜੀ ਸੂਝ ਨਾਲ ਕੀਤਾ ਹੈ, ਸਗੋਂ ਆਪਣੇ ਵਾਅਦਿਆਂ ਨੂੰ ਵੀ ਪੂਰਾ ਕੀਤਾ ਹੈ। ਇਹ ਬਜਟ ਲੋਕਾਂ 'ਤੇ ਕੋਈ ਵੀ ਨਵਾਂ ਟੈਕਸ ਲਗਾਏ ਬਿਨਾਂ ਵਿੱਤੀ ਜ਼ਿੰਮੇਵਾਰੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"
ਸ੍ਰੀ ਅਮਨ ਅਰੋੜਾ ਨੇ ਬਜਟ ਦੇ ਮੁੱਖ ਪਹਿਲੂਆਂ 'ਤੇ ਚਾਨਣਾ ਪਾਇਆ ਜਿਹਨਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਅਤੇ ਇਸਨੂੰ ਸੂਬੇ ਦੇ ਇਤਿਹਾਸ ਵਿੱਚ ਸਿਹਤ ਅਤੇ ਸਿੱਖਿਆ ਲਈ ਸਭ ਤੋਂ ਵੱਡਾ ਅਲਾਟਮੈਂਟ ਦੱਸਿਆ। ਉਨ੍ਹਾਂ ਨੇ ਸੂਬੇ ਸਰਕਾਰ ਵੱਲੋਂ 6,000 ਨਵੇਂ ਖੇਡ ਸਟੇਡੀਅਮ ਬਣਾਉਣ ਦੀ ਯੋਜਨਾ ‘ਤੇ ਵੀ ਚਾਨਣਾ ਪਾਇਆ ਜੋ ਵਿਆਪਕ ਵਿਕਾਸ ਪ੍ਰਤੀ ਸਰਕਾਰ ਦੀ ਪਹੁੰਚ ਨੂੰ ਦਰਸਾਉਂਦਾ ਹੈ।

ਖੁਰਾਕ ਸੁਰੱਖਿਆ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਸ੍ਰੀ ਅਰੋੜਾ ਨੇ 'ਮੇਰੀ ਰਸੋਈ' ਯੋਜਨਾ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਨਵੇਂ ਪਰਿਵਾਰਾਂ ਨੂੰ ਸ਼ਾਮਲ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਪਰਿਵਾਰਾਂ ਨੂੰ ਹੁਣ ਮਹਿੰਗਾਈ ਦੇ ਬੋਝ ਨਾਲ ਨਜਿੱਠਣ ਲਈ ਕਣਕ ਦਾ ਆਟਾ, ਦਾਲਾਂ ਅਤੇ ਖੰਡ ਵਰਗੀਆਂ ਜ਼ਰੂਰੀ ਵਸਤੂਆਂ ਪ੍ਰਦਾਨ ਕੀਤੀਆਂ ਜਾਣਗੀਆਂ।

ਬਜਟ ਪੇਸ਼ਕਾਰੀ ਦੌਰਾਨ ਵਿਰੋਧੀ ਧਿਰ ਵੱਲੋਂ ਭਰਵਾਂ ਹੁੰਗਾਰਾ ਨਾ ਮਿਲਣ ਕਾਰਨ ਨਿਸ਼ਾਨਾ ਸਾਧਦਿਆਂ ਸ੍ਰੀ ਅਰੋੜਾ ਨੇ ਟਿੱਪਣੀ ਕੀਤੀ, "ਢਾਈ ਘੰਟੇ ਤੋਂ ਵੱਧ ਸਮੇਂ ਤੱਕ, ਵਿਰੋਧੀ ਧਿਰ ਚੁੱਪ-ਚਾਪ ਬੈਠੀ ਰਹੀ ਕਿਉਂਕਿ ਉਨ੍ਹਾਂ ਕੋਲ ਬੋਲਣ ਲਈ ਕੁਝ ਵੀ ਨਹੀਂ ਸੀ। ਪਹਿਲਾਂ, ਉਹ ਹਰ ਅੱਧੇ ਮਿੰਟ ਬਾਅਦ ਹੰਗਾਮਾ ਕਰਦੇ ਸਨ। ਇਸ ਇਤਿਹਾਸਕ ਬਜਟ ਨੇ ਉਨ੍ਹਾਂ ਨੂੰ ਚੁੱਪ ਕਰਵਾ ਦਿੱਤਾ ਹੈ।"

ਸ੍ਰੀ ਅਰੋੜਾ ਨੇ 'ਆਪ' ਸਰਕਾਰ ਦੀਆਂ ਨੀਤੀਆਂ ਅਤੇ ਗੁਆਂਢੀ ਸੂਬਿਆਂ ਦੀਆਂ ਨੀਤੀਆਂ ਵਿੱਚ ਵੱਡੇ ਅੰਤਰ ਨੂੰ ਦਰਸਾਇਆ। ਉਨ੍ਹਾਂ ਕਿਹਾ, "ਹਰਿਆਣਾ ਆਪਣੀਆਂ ਸਿਰਫ 20 ਫੀਸਦ ਔਰਤਾਂ ਨੂੰ ਸ਼ਰਤ ਅਧਾਰਤ ਲਾਭ ਦੇਣ ਦੀ ਗੱਲ ਕਰਦਾ ਹੈ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਬਿਨਾਂ ਕਿਸੇ ਆਮਦਨ ਸੀਮਾ ਦੇ ਆਪਣੀਆਂ 97 ਫੀਸਦ ਔਰਤਾਂ ਨੂੰ ਇਹ ਲਾਭ ਦਿੱਤਾ ਜਾ ਰਿਹਾ ਹੈ। ਇਹ ਔਰਤਾਂ ਲਈ ਦੁਨੀਆ ਦੀ ਸਭ ਤੋਂ ਵੱਡੀ ਡਾਇਰੈਕਟ ਟਰਾਂਸਫਰ ਯੋਜਨਾ ਹੈ।"

ਇਸ ਦੌਰਾਨ, ਉਨ੍ਹਾਂ ਸੁਨਾਮ ਹਲਕੇ ਦੇ ਪਿੰਡ ਚੀਮਾ ਵਿੱਚ ਇੱਕ ਅਤਿ-ਆਧੁਨਿਕ ਸੰਤ ਅਤਰ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨਾ ਦਾ ਐਲਾਨ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਇਹ ਪ੍ਰਮੁੱਖ ਸੰਸਥਾ ਮਹਾਨ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ 'ਤੇ ਸਥਾਪਿਤ ਕੀਤੀ ਜਾਵੇਗੀ। ਇਸ ਕੰਪਲੈਕਸ ਵਿੱਚ ਇੱਕ ਡਿਗਰੀ ਕਾਲਜ ਵੀ ਸ਼ਾਮਲ ਹੋਵੇਗਾ, ਜੋ ਇੱਕ ਅਜਿਹਾ ਉਸਾਰੂ ਮਾਹੌਲ ਸਿਰਜੇਗਾ ਜੋ ਉਚੇਰੀ ਸਿੱਖਿਆ ਨੂੰ ਦੇਸ਼ ਦੀ ਸੇਵਾ ਭਾਵਨਾ ਨਾਲ ਜੋੜੇਗਾ।

ਕਿਹਾ : ਇਹ ਸਮੁੱਚੇ ਪੰਜਾਬੀਆਂ ਲਈ ਮਾਣ ਵਾਲੀ ਗੱਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਤਰਨਜੀਤ ਸਿੰਘ ਸੰਧੂ ਦੀ ਦਿੱਲੀ ਦੇ ਉਪ ਰਾਜਪਾਲ (ਐਲ.ਜੀ.) ਵਜੋਂ ਹੋਈ ਨਿਯੁਕਤੀ ਦਾ ਸਵਾਗਤ ਕੀਤਾ ਹੈ। ਜਾਖੜ ਨੇ ਕਿਹਾ ਕਿ ਇਹ ਸਮੁੱਚੇ ਪੰਜਾਬੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਜਾਖੜ ਨੇ ਤਰਨਜੀਤ ਸਿੰਘ ਸੰਧੂ ਦੇ ਪਿਛੋਕੜ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਹ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਰੋਸਾ ਜਤਾਇਆ ਕਿ ਤਰਨਜੀਤ ਸੰਧੂ ਦੇ ਵਿਸ਼ਾਲ ਪ੍ਰਬੰਧਕੀ ਤਜ਼ਰਬੇ ਤੋਂ ਦਿੱਲੀ ਨੂੰ ਬਹੁਤ ਜ਼ਿਆਦਾ ਲਾਭ ਮਿਲੇਗਾ। ਜਾਖੜ ਨੇ ਤਰਨਜੀਤ ਸੰਧੂ ਦੀ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ ਅਤੇ ਨਵੇਂ ਉਪ ਰਾਜਪਾਲ ਨੂੰ ਵੀ ਮੁਬਾਰਕਾਂ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਤਰਨਜੀਤ ਸਿੰਘ ਸੰਧੂ ਭਾਰਤੀ ਵਿਦੇਸ਼ ਸੇਵਾ ਦੇ ਸੇਵਾਮੁਕਤ ਅਧਿਕਾਰੀ ਹਨ। ਉਨ੍ਹਾਂ ਕੋਲ ਕੂਟਨੀਤੀ ਦਾ ਲੰਬਾ ਤਜ਼ਰਬਾ ਹੈ ਅਤੇ ਉਹ ਅਮਰੀਕਾ ਵਿਚ ਭਾਰਤ ਦੇ 28ਵੇਂ ਰਾਜਦੂਤ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸ੍ਰੀਲੰਕਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਵੀ ਕੰਮ ਕੀਤਾ ਹੈ।

*ਆਮ ਵਰਗ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1,500 ਰੁਪਏ*

*'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਇਹ ਰਾਸ਼ੀ ਸਿੱਧੀ ਲਾਭਪਾਤਰੀ ਮਹਿਲਾਵਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇਗੀ*

*ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰਨ ਵਾਲੀ ਪਹਿਲੀ ਸਰਕਾਰ*

*ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵਿੱਤੀ ਸਾਲ 2026-27 ਲਈ 2,60,437 ਕਰੋੜ ਦਾ 'ਸਾਰੀਆਂ ਗਾਰੰਟੀਆਂ ਪੂਰੀਆਂ' ਬਜਟ ਪੇਸ਼ ਕੀਤਾ*

*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਫੀਸਦ ਵਾਧੇ ਨਾਲ ਜੀਐਸਡੀਪੀ ਲਈ 9,80,635 ਕਰੋੜ ਰੁਪਏ ਦਾ ਅਨੁਮਾਨ ਪੇਸ਼ ਕੀਤਾ*

*ਮੁਫ਼ਤ ਬੱਸ ਯਾਤਰਾ ਲਈ 600 ਕਰੋੜ ਰੁਪਏ ਅਤੇ 27,000 ਤੋਂ ਵੱਧ ਆਂਗਣਵਾੜੀਆਂ ਲਈ 932 ਕਰੋੜ ਰੁਪਏ ਰੱਖੇ*

*‘ਸਿੱਖਿਆ ਕ੍ਰਾਂਤੀ 2.0’: ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਲਈ 19,279 ਕਰੋੜ ਅਲਾਟ*

*ਵਿਸ਼ਵ ਬੈਂਕ ਦੇ ਸਹਿਯੋਗ ਨਾਲ 3,500 ਕਰੋੜ ਰੁਪਏ ਦਾ ਪ੍ਰੋਜੈਕਟ ਅਤੇ ਸੂਬੇ ਦੀਆਂ ਯੂਨੀਵਰਸਿਟੀਆਂ ਲਈ 1,760 ਕਰੋੜ ਰੁਪਏ ਦੀ ਵਿਵਸਥਾ*

*ਸਿਹਤ ਸੰਭਾਲ ਤੱਕ ਸਭਨਾਂ ਦੀ ਪਹੁੰਚ: 6,879 ਕਰੋੜ ਰੁਪਏ ਦਾ ਹੈਲਥਕੇਅਰ ਬਜਟ, 10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਲਈ 2,000 ਕਰੋੜ ਰੁਪਏ ਅਤੇ ਮੈਡੀਕਲ ਸਿੱਖਿਆ ਲਈ 1,220 ਕਰੋੜ ਰੁਪਏ ਦਾ ਪ੍ਰਬੰਧ*

*ਖੇਤੀ ਅਰਥਵਿਵਸਥਾ ਦੀ ਮਜ਼ਬੂਤੀ: ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ, ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 7,715 ਕਰੋੜ ਰੁਪਏ ਅਤੇ ਜੇਆਈਸੀਏ-ਸਹਾਇਤਾ ਪ੍ਰਾਪਤ ਬਾਗਬਾਨੀ ਪ੍ਰੋਜੈਕਟ ਲਈ 1300 ਕਰੋੜ ਰੁਪਏ ਦਾ ਪ੍ਰਸਤਾਵ*

*ਬੁਨਿਆਦੀ ਢਾਂਚਾ ਵਿਕਾਸ: ਪੇਂਡੂ ਸੜਕਾਂ ਲਈ 7,606 ਕਰੋੜ ਰੁਪਏ, ਸ਼ਹਿਰੀ ਵਿਕਾਸ ਲਈ 7,257 ਕਰੋੜ ਰੁਪਏ, ਮਨਰੇਗਾ ਲਈ 1,500 ਕਰੋੜ ਰੁਪਏ, ਮਿਉਂਸਲ ਡਿਵੈਲਪਮੈਂਟ ਫੰਡ ਲਈ 1,000 ਕਰੋੜ ਰੁਪਏ ਅਤੇ ਰੰਗਲਾ ਪੰਜਾਬ ਵਿਕਾਸ ਯੋਜਨਾ ਲਈ 1,170 ਕਰੋੜ ਰੁਪਏ ਰੱਖੇ*

*ਆਰਥਿਕਤਾ ਨੂੰ ਹੁਲਾਰਾ: 55,000 ਕਰੋੜ ਰੁਪਏ ਦੇ ਇਤਿਹਾਸਕ ਨਿਵੇਸ਼ ਨੂੰ ਧਿਆਨ ‘ਰੱਖਦਿਆਂ ਉਦਯੋਗ ਲਈ 2,805 ਕਰੋੜ ਰੁਪਏ ਦਾ ਬਜਟ ਉਪਬੰਧ*

*63,943 ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਰੋਜ਼ਗਾਰ ਉੱਤਪਤੀ ਲਈ 287 ਕਰੋੜ ਰੁਪਏ ਦਾ ਉਪਬੰਧ*

*ਸੂਬੇ ਦੀ ਸੁਰੱਖਿਆ: ਗ੍ਰਹਿ ਮਾਮਲਿਆਂ, ਨਿਆਂ ਅਤੇ ਜੇਲ੍ਹਾਂ ਲਈ 11,577 ਕਰੋੜ, ਏਆਈ-ਅਧਾਰਤ ਜੇਲ੍ਹ ਨਿਗਰਾਨੀ ਲਈ 535 ਕਰੋੜ ਅਤੇ ਵਿਆਪਕ ਡਰੱਗ ਜਨਗਣਨਾ ਲਈ 100 ਕਰੋੜ ਰੁਪਏ ਦੀ ਵਿਵਸਥਾ*

*ਨੌਜਵਾਨਾਂ ਦਾ ਸਸ਼ਕਤੀਕਰਨ: ਖੇਡ ਬੁਨਿਆਦੀ ਢਾਂਚੇ, ਪਿੰਡ ਵਿੱਚ 6,000 ਨਵੇਂ ਖੇਡ ਮੈਦਾਨਾਂ ਅਤੇ 5,000 ਇਨਡੋਰ ਜਿੰਮਾਂ ਲਈ 1,791 ਕਰੋੜ ਰੁਪਏ ਰੱਖੇ*

*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਵਸ ਲਈ 100 ਕਰੋੜ ਰੁਪਏ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ 312 ਕਰੋੜ ਰੁਪਏ ਦਾ ਉਪਬੰਧ*

*ਬੁਨਿਆਦੀ ਢਾਂਚਾ ਵਿਕਾਸ: ਸੜਕਾਂ ਲਈ 5,440 ਕਰੋੜ ਰੁਪਏ ਅਤੇ ਬਿਜਲੀ ਲਈ 5,000 ਕਰੋੜ, ਜਲ ਸਰੋਤਾਂ ਅਤੇ ਨਹਿਰੀ ਨੈੱਟਵਰਕਾਂ ਲਈ 2,971 ਕਰੋੜ ਰੁਪਏ ਦੀ ਵਿਵਸਥਾ*

*ਸਮਾਜਿਕ ਨਿਆਂ: ਸਮਾਜ ਭਲਾਈ ਪ੍ਰੋਗਰਾਮਾਂ ਲਈ 18,304 ਕਰੋੜ, 'ਮੇਰੀ ਰਸੋਈ' ਰਾਸ਼ਨ ਕਿੱਟਾਂ ਲਈ 900 ਕਰੋੜ ਅਤੇ ਅਨੁਸੂਚਿਤ ਜਾਤੀ ਉਪ-ਯੋਜਨਾ ਲਈ 17,700 ਕਰੋੜ ਰੁਪਏ ਰੱਖੇ*

*ਮਜ਼ਬੂਤ ਵਿੱਤੀ ਪ੍ਰਬੰਧਨ: ਮਾਲੀਆ ਪ੍ਰਾਪਤੀ 1,26,190 ਕਰੋੜ, ਪੂੰਜੀਗਤ ਖਰਚ ਦੁੱਗਣਾ ਹੋ ਕੇ 18,381 ਕਰੋੜ ਹੋਣ ਦਾ ਅਨੁਮਾਨ; ਕਰਜ਼-ਤੋਂ-ਜੀਐਸਡੀਪੀ ਅਨੁਪਾਤ 44.47 ਫੀਸਦ ਤੱਕ ਘਟਣ ਦਾ ਅਨੁਮਾਨ*

ਚੰਡੀਗੜ੍ਹ, 8 ਮਾਰਚ 2026:


ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੁੱਲ 2,60,437 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨਾਲ ਸਾਲ 2026-27 ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ (ਆਪ) ਸਰਕਾਰ ਦਾ ਪੰਜਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਅਨੁਮਾਨਤ 10 ਫੀਸਦ ਵਿਕਾਸ ਦਰ ਦੇ ਨਾਲ ਸੂਬੇ ਦੀ ਜੀਐਸਡੀਪੀ ਲਈ 9,80,635 ਕਰੋੜ ਦਾ ਅਨੁਮਾਨ ਲਾਇਆ ਗਿਆ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਪੇਸ਼ ਕੀਤੇ ਗਏ ਬਜਟ ਵਿੱਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ, ਜਿਸ ਤਹਿਤ ਆਮ ਵਰਗ ਨਾਲ ਸਬੰਧ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਇਸ ਦੇ ਨਾਲ ਹੀ ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ, ਬੁਨਿਆਦੀ ਢਾਂਚਾ ਅਤੇ ਸਮਾਜਿਕ ਭਲਾਈ ਲਈ ਬਜਟ ਵਿੱਚ ਵਿਸ਼ੇਸ਼ ਉਪਬੰਧ ਕੀਤੇ ਗਏ ਹਨ। ਇਸ ਬਜਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਦਿੱਤੀਆਂ ਸਾਰੀਆਂ ਮੁੱਖ ਚੋਣ ਗਰੰਟੀਆਂ ਪੂਰੀਆਂ ਵਾਲੇ ਬਜਟ ਵਜੋਂ ਦਰਸਾਇਆ ਹੈ।

ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮਾਲੀਆ ਘਾਟਾ ਜੀਐਸਡੀਪੀ ਦੇ 2.06 ਫੀਸਦ ਅਤੇ ਵਿੱਤੀ ਘਾਟਾ 4.08 ਫੀਸਦ ਰਹਿਣ ਦਾ ਅਨੁਮਾਨ ਹੈ। ਇਹ ਕਹਿੰਦਿਆਂ ਕਿ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ, ਉਨ੍ਹਾਂ ਨੇ ਇਸ ਬਜਟ "ਸਾਰੀਆਂ ਗਾਰੰਟੀਆਂ ਪੂਰੀਆਂ ਕਰਨ ਵਾਲਾ ਬਜਟ" ਦੱਸਿਆ।

ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਪੇਸ਼ ਕੀਤੇ ਗਏ ਬਜਟ ਵਿੱਚ "ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ" ਪੇਸ਼ ਕੀਤੀ ਗਈ ਹੈ, ਜਿਸਨੂੰ ਵਿੱਤ ਮੰਤਰੀ ਨੇ ਔਰਤਾਂ ਲਈ ਪਹਿਲੀ ਯੂਨੀਵਰਸਲ ਕੈਸ਼ ਟ੍ਰਾਂਸਫਰ ਪਹਿਲਕਦਮੀ ਦੱਸਿਆ। ਇਸ ਯੋਜਨਾ ਬਾਰੇ ਵਿਸਤਾਰ ਸਹਿਤ ਦੱਸਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਸਰਕਾਰ ਸਾਰੀਆਂ ਯੋਗ ਬਾਲਗ ਔਰਤਾਂ ਦੇ ਖਾਤਿਆਂ ਵਿੱਚ ਸਿੱਧੇ 1,000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਬਾਲਗ ਔਰਤਾਂ ਦੇ ਖਾਤਿਆਂ ਵਿੱਚ 1,500 ਰੁਪਏ ਪ੍ਰਤੀ ਮਹੀਨਾ ਪਾਏਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਲਗਭਗ 97 ਫੀਸਦ ਬਾਲਗ ਔਰਤਾਂ ਨੂੰ ਕਵਰ ਕਰਦਿਆਂ 9,300 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਸਹੂਲਤ ਨੂੰ ਜਾਰੀ ਰੱਖਦਿਆਂ 600 ਕਰੋੜ ਰੁਪਏ, 27,000 ਤੋਂ ਵੱਧ ਆਂਗਣਵਾੜੀ ਕੇਂਦਰਾਂ ਨੂੰ ਕਵਰ ਕਰਦੀਆਂ ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ (ਆਈਸੀਡੀਐਸ) ਲਈ 932 ਕਰੋੜ ਰੁਪਏ ਅਤੇ ਲੋੜਵੰਦ ਔਰਤਾਂ ਤੇ ਕਿਸ਼ੋਰ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਪ੍ਰਦਾਨ ਕਰਨ ਲਈ ਨਵੀਂ ਦਿਸ਼ਾ ਯੋਜਨਾ ਵਾਸਤੇ ਬਜਟ ਵਿੱਚ 65 ਕਰੋੜ ਰੁਪਏ ਰੱਖੇ ਹਨ।

ਸਿੱਖਿਆ ਖੇਤਰ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ 19,279 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ ਸੱਤ ਫੀਸਦ ਦੇ ਵਾਧੇ ਨੂੰ ਦਰਸਾਉਂਦਾ ਹੈ। ਸਿੱਖਿਆ ਖੇਤਰ ਵਿੱਚ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਕੌਮੀ ਪਰਖ ਮੁਲਾਂਕਣ ਵਿੱਚ ਪੰਜਾਬ ਦਾ ਸਿਖਰਲਾ ਰੈਂਕ ਸਰਕਾਰ ਵੱਲੋਂ ਹਾਲ ਹੀ ਦੇ ਸਾਲਾਂ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ‘ਤੇ ਮੋਹਰ ਲਾਉਂਦਾ ਹੈ। ਵਿੱਤ ਮੰਤਰੀ ਨੇ "ਸਿੱਖਿਆ ਕ੍ਰਾਂਤੀ 2.0" ਪਹਿਲਕਦਮੀ ਦੀ ਸ਼ੁਰੂਆਤ ਦਾ ਐਲਾਨ ਵੀ ਕੀਤਾ, ਜੋ ਕਿ ਇਨਕਲਾਬੀ ਸੁਧਾਰਾਂ ਦੇ ਨਾਲ ਸਿੱਖਿਆ ਦੇ ਮਾਹੌਲ ਨੂੰ ਬਦਲਣ ਦੇ ਉਦੇਸ਼ ਨਾਲ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਲਾਗੂ ਕੀਤਾ ਜਾਣ ਵਾਲਾ 3,500 ਕਰੋੜ ਰੁਪਏ ਦਾ ਪ੍ਰੋਜੈਕਟ ਹੈ।

ਪ੍ਰਸਤਾਵਾਂ ਦਾ ਵੇਰਵਾ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬਜਟ ਵਿੱਚ ਵਿਆਪਕ ਪੱਧਰ ‘ਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਕਰਨਾ ਸ਼ਾਮਲ ਹੈ, ਜਿਸ ਵਿੱਚ ਚਾਰਦੀਵਾਰੀ, ਪਖਾਨੇ, ਸੁਰੱਖਿਆ ਕਰਮਚਾਰੀ ਅਤੇ ਵੱਡੇ ਪੱਧਰ 'ਤੇ ਸਕੂਲਾਂ ਨੂੰ ਸਫੈਦੀ ਕਰਨ ਦੀ ਮੁਹਿੰਮ ਸ਼ਾਮਲ ਹੈ। ਸਕੂਲਾਂ ਵਿੱਚ ਕੰਪਿਊਟਰਾਂ ਅਤੇ ਇੰਟਰਐਕਟਿਵ ਪੈਨਲਾਂ ਦੀ ਵਿਵਸਥਾ ਰਾਹੀਂ ਡਿਜੀਟਲ ਤਬਦੀਲੀ ਦੇ ਉਦੇਸ਼ ਨਾਲ 395 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸਦੇ ਨਾਲ ਹੀ ਸਕੂਲ ਆਫ਼ ਐਮੀਨੈਂਸ ਦੇ ਸਫ਼ਲ ਮਾਡਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਤਕਰੀਬਨ 7.35 ਲੱਖ ਤੋਂ ਵੱਧ ਵਿਦਿਆਰਥੀਆਂ ਲਈ ਇੱਕ ਰਾਜ ਵਿਆਪੀ ਕਰੀਅਰ ਕਾਉਂਸਲਿੰਗ ਢਾਂਚਾ ਸਥਾਪਤ ਕੀਤਾ ਜਾਵੇਗਾ।

ਉਚੇਰੀ ਸਿੱਖਿਆ ਬਾਰੇ ਗੱਲ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਰਾਜ ਦੀਆਂ ਯੂਨੀਵਰਸਿਟੀਆਂ ਨੂੰ ਗ੍ਰਾਂਟ-ਇਨ-ਏਡ ਵਜੋਂ 1,760 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਦੋਂ ਕਿ ਤਕਨੀਕੀ ਸਿੱਖਿਆ ਲਈ 569 ਕਰੋੜ ਰੁਪਏ ਰੱਖੇ ਗਏ ਹਨ, ਜਿਸ ਵਿੱਚ ਕੈਦੀਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਲਈ 11 ਜੇਲ੍ਹਾਂ ਵਿੱਚ ਆਈ.ਟੀ.ਆਈਜ਼. ਦੀ ਸਥਾਪਨਾ ਵੀ ਸ਼ਾਮਲ ਹੈ। 'ਆਪ' ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਨੂੰ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਸਿਹਤ ਸੰਭਾਲ ਵੱਲ ਰੁਖ਼ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਇਸ ਮੰਤਵ ਲਈ 6,879 ਕਰੋੜ ਰੁਪਏ ਦਾ ਬਜਟ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਦੇ ਉਦੇਸ਼ ਨਾਲ ਲਾਗੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਲਈ 2,000 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ, ਜਿਸ ਵਿੱਚ ਮੌਜੂਦਾ ਸਮੇਂ 881 ਕਲੀਨਿਕ ਕਾਰਜਸ਼ੀਲ ਹਨ, ਦਾ ਵਿਸਥਾਰ ਕਰਦਿਆਂ 143 ਨਵੇਂ ਕਲੀਨਿਕਾਂ ਖੋਲ੍ਹੇ ਜਾਣਗੇ ਅਤੇ 308 ਸਹਾਇਕ ਸਿਹਤ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਕਲੀਨਿਕਾਂ ਦੀ ਕੁੱਲ ਗਿਣਤੀ 1,432 ਹੋ ਜਾਣਗੀ।

ਇਸਦੇ ਨਾਲ ਹੀ ਸਰਕਾਰੀ ਹਸਪਤਾਲਾਂ ਵਿੱਚ ਉੱਨਤ ਡਾਕਟਰੀ ਉਪਕਰਨਾਂ ਲਈ ਬਜਟ ਵਿੱਚ 300 ਕਰੋੜ ਰੁਪਏ ਰੱਖੇ ਗਏ ਹਨ। ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਆਧੁਨਿਕ ਟਰੌਮਾ ਸੈਂਟਰ ਅਤੇ ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕਰਨ ਦਾ ਉਪਬੰਧ ਵੀ ਕੀਤਾ ਗਿਆ ਹੈ ਇਸ ਤੋਂ ਇਲਾਵਾ ਇਸ ਵਿੱਚ ਮਾਹਰ ਡਾਕਟਰਾਂ ਲਈ ਆਨ-ਕਾਲ ਪ੍ਰੋਤਸਾਹਨ ਦੀ ਵਿਵਸਥਾ ਵੀ ਸ਼ਾਮਲ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਮੈਡੀਕਲ ਸਿੱਖਿਆ ਅਤੇ ਖੋਜ ਲਈ 1,220 ਕਰੋੜ ਰੱਖੇ ਗਏ ਹਨ। ਉਨ੍ਹਾਂ ਨੇ ਮੋਹਾਲੀ ਵਿੱਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਸਫਲ ਲਿਵਰ ਟ੍ਰਾਂਸਪਲਾਂਟ ਸੁਵਿਧਾ, ਸੱਤ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਅਤੇ ਮਲੇਰਕੋਟਲਾ ਵਿੱਚ ਨਵੇਂ ਮੈਡੀਕਲ ਕਾਲਜ ਲਈ ਜ਼ਮੀਨ ਖਰੀਦਣ ਵਰਗੇ ਕਦਮਾਂ ਦਾ ਵੀ ਜ਼ਿਕਰ ਕੀਤਾ।

ਖੇਤੀਬਾੜੀ ਖੇਤਰ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਅਲਾਟਮੈਂਟ ਵਿੱਚ ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 7,715 ਕਰੋੜ ਰੁਪਏ, ਬੀ.ਟੀ. ਕਪਾਹ ਦੇ ਬੀਜਾਂ ’ਤੇ 33 ਫੀਸਦੀ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਤੇ ਸਾਉਣੀ ਮੱਕੀ ਲਈ ਪ੍ਰੋਤਸਾਹਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਵਾਸਤੇ 600 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਨੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇ.ਆਈ.ਸੀ.ਏ) ਵੱਲੋਂ ਸਮਰਥਤ 1,300 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਵੀ ਐਲਾਨ ਕੀਤਾ ਜਿਸਦਾ ਉਦੇਸ਼ 2035 ਤੱਕ ਬਾਗਬਾਨੀ ਰਕਬੇ ਨੂੰ 300 ਫੀਸਦ ਤੱਕ ਵਧਾਉਣਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਡੇਅਰੀ ਕਿਸਾਨਾਂ ਨੂੰ ਦੁੱਧ ਦੀਆਂ ਸਹੀ  ਖ਼ਰੀਦ ਕੀਮਤਾਂ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੀ ਵਿਵਸਥਾ ਨਾਲ ਸਹਾਇਤਾ ਕੀਤੀ ਜਾਵੇਗੀ, ਜਦੋਂ ਕਿ ਗੰਨਾ ਕਾਸ਼ਤਕਾਰਾਂ ਨੂੰ ਸੂਬਾ ਸਹਿਮਤ ਕੀਮਤ ਵਿੱਚ 416 ਪ੍ਰਤੀ ਕੁਇੰਟਲ ਦੇ ਵਾਧੇ ਤੋਂ ਬਾਅਦ ਕੁੱਲ 270 ਕਰੋੜ ਰੁਪਏ ਦੀ ਵੰਡ ਦਾ ਲਾਭ ਮਿਲੇਗਾ।

ਵਾਤਾਵਰਣ ਸਥਿਰਤਾ ਬਾਰੇ ਬੋਲਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਮੁਆਵਜ਼ਾ ਜੰਗਲਾਤ ਪ੍ਰਬੰਧਨ ਅਤੇ ਯੋਜਨਾ ਅਥਾਰਟੀ ਪ੍ਰੋਗਰਾਮ ਤਹਿਤ ਜੰਗਲਾਤ ਲਈ 238 ਕਰੋੜ ਰੁਪਏ ਅਲਾਟ ਕੀਤੇ ਗਏ ਹਨ। 760 ਕਰੋੜ ਰੁਪਏ ਦਾ ਜੇ.ਆਈ.ਸੀ.ਏ-ਸਮਰਥਿਤ ਜੈਵ ਵਿਭਿੰਨਤਾ ਸੰਭਾਲ ਪ੍ਰੋਜੈਕਟ ਵੀ ਲਾਗੂ ਕੀਤਾ ਜਾਵੇਗਾ।

ਪੇਂਡੂ ਵਿਕਾਸ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ ਵਿੱਚ 19,876 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਆਧੁਨਿਕੀਕਰਨ ਨੂੰ ਪੂਰਾ ਕਰਨ ਲਈ 7,606 ਕਰੋੜ ਰੁਪਏ ਦਾ ਪ੍ਰਸਤਾਵ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਯੋਜਨਾ ਲਈ 1,500 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਇੱਕ ਲੱਖ ਘਰ ਬਣਾਉਣ ਲਈ 800 ਕਰੋੜ ਰੁਪਏ ਅਲਾਟ ਕੀਤੇ ਹਨ। ਰੰਗਲਾ ਪੰਜਾਬ ਵਿਕਾਸ ਯੋਜਨਾ ਲਈ ਅਲਾਟਮੈਂਟ ਦੁੱਗਣਾ ਕਰਕੇ 1,170 ਕਰੋੜ ਰੁਪਏ ਕਰ ਦਿੱਤਾ ਗਿਆ ਹੈ ਤਾਂ ਜੋ ਸਾਰੇ 117 ਹਲਕਿਆਂ ਵਿੱਚ ਬਰਾਬਰ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

ਸ਼ਹਿਰੀ ਵਿਕਾਸ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਨਗਰ ਵਿਕਾਸ ਫੰਡ ਨੂੰ ਚਾਰ ਗੁਣਾ ਵਧਾ ਕੇ 1000 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਨਹਿਰ-ਅਧਾਰਤ ਸਤਹੀ ਜਲ ਸਪਲਾਈ ਪ੍ਰੋਜੈਕਟ ਲਈ 500 ਕਰੋੜ ਰੁਪਏ ਅਤੇ ਅਮਰੁਤ 2.0 ਪ੍ਰੋਜੈਕਟਾਂ ਲਈ 665 ਕਰੋੜ ਰੁਪਏ ਦੀ ਤਜਵੀਜ਼ ਹੈ।  ਉਨ੍ਹਾਂ ਕਿਹਾ,‘‘ਕੁੱਲ ਮਿਲਾ ਕੇ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਖੇਤਰ ਲਈ 7257 ਕਰੋੜ ਰੁਪਏ ਦਾ ਪ੍ਰਸਤਾਵ ਹੈ,।’’

ਵਿੱਤ ਮੰਤਰੀ ਨੇ ਉਦਯੋਗਿਕ ਨੀਤੀ 2026  ਤਹਿਤ ਉਦਯੋਗਿਕ ਵਿਕਾਸ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ਼ ਸਾਲ 2025 ਵਿੱਚ ਹੀ 55,000 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ ਹੈ, ਜਿਸ ਨਾਲ ਵਿਦੇਸ਼ੀ ਸਿੱਧਾ ਨਿਵੇਸ਼ ਦੁੱਗਣਾ ਹੋਇਆ ਅਤੇ ਐਫ.ਡੀ.ਆਈ. ਪ੍ਰਵਾਹ ਵਿੱਚ ਸੂਬਾ ਰਾਸ਼ਟਰੀ ਦਰਜਾਬੰਦੀ ਵਿੱਚ 11ਵੇਂ ਸਥਾਨ ’ਤੇ ਪਹੁੰਚਿਆ ਹੈ।  ਬਜਟ ਵਿੱਚ ਵਿੱਤੀ ਪ੍ਰੋਤਸਾਹਨ ਅਤੇ ਯਕਮੁਸ਼ ਨਿਪਟਾਰਾ  (ਓ.ਟੀ.ਐਸ.) ਸਕੀਮਾਂ ਦੇ ਪ੍ਰਬੰਧਾਂ ਲਈ 500 ਕਰੋੜ ਰੁਪਏ ਰੱਖ ਗਏ ਹਨ।

ਰੁਜ਼ਗਾਰ ਉਤਪਤੀ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 2022 ਤੋਂ ਸਰਕਾਰੀ ਵਿਭਾਗਾਂ ਵਿੱਚ 63,943 ਉਮੀਦਵਾਰਾਂ ਦੀ ਭਰਤੀ ਕੀਤੀ ਗਈ ਹੈ। ਰੁਜ਼ਗਾਰ ਪੈਦਾ ਕਰਨ ਸਬੰਧੀ ਪਹਿਲਕਦਮੀਆਂ ਲਈ 287 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਵਿੱਚ ਨਵੇਂ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਸੰਚਾਲਨ ਸ਼ਾਮਲ ਹੈ।

ਅੰਦਰੂਨੀ ਸੁਰੱਖਿਆ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਗ੍ਰਹਿ ਮਾਮਲਿਆਂ, ਨਿਆਂ ਅਤੇ ਜੇਲ੍ਹਾਂ ਲਈ 11,577 ਕਰੋੜ ਰੁਪਏ ਦੀ ਅਲਾਟਮੈਂਟ ਦੀ ਤਜਵੀਜ਼ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਗ੍ਰਾਮ ਰੱਖਿਆ ਕਮੇਟੀਆਂ ਦੀ ਲਾਮਬੰਦੀ, 2,367 ਸੀਸੀਟੀਵੀ ਕੈਮਰਿਆਂ ਰਾਹੀਂ ਸਰਹੱਦੀ ਨਿਗਰਾਨੀ ਵਧਾਉਣ ਅਤੇ ਇੱਕ ਵਿਆਪਕ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਲਈ 100 ਕਰੋੜ ਦੇ ਖਰਚੇ ਰਾਹੀਂ ਮਜ਼ਬੂਤ ਕੀਤਾ ਜਾਵੇਗਾ। ਐਂਟੀ-ਗੈਂਗਸਟਰ ਟਾਸਕ ਫੋਰਸ ਆਪਣੇ ਕੰਮ ਜਾਰੀ ਰੱਖੇਗੀ, ਇਸੇ ਤਰ੍ਹਾਂ ਸੜਕ ਸੁਰੱਖਿਆ ਫੋਰਸ ਅਤੇ ਡਾਇਲ 112 ਵਰਗੀਆਂ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ ਗਿਆ ਹੈ। ਏ.ਆਈ.-ਅਧਾਰਤ ਨਿਗਰਾਨੀ ਅਤੇ ਜੈਮਰ ਪ੍ਰਣਾਲੀਆਂ ਰਾਹੀਂ ਜੇਲ੍ਹ ਸੁਰੱਖਿਆ ਨੂੰ ਆਧੁਨਿਕ ਬਣਾਉਣ ਲਈ 535 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਨੌਜਵਾਨਾਂ ਦੀ ਭਲਾਈ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਸਰਕਾਰ ਖੇਡ ਬੁਨਿਆਦੀ ਢਾਂਚੇ ਵਿੱਚ 1,791 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ ਜਿਸ ਵਿੱਚ ਪਿੰਡਾਂ ਵਿੱਚ 6000 ਨਵੇਂ ਖੇਡ ਮੈਦਾਨ ਬਣਾਉਣ, 5000 ਇਨਡੋਰ ਜਿੰਮ ਸਥਾਪਤ ਕਰਨ ਅਤੇ ਖੇਡ ਕੈਂਪ ਲਗਾਉਣ ਦੀਆਂ ਯੋਜਨਾਵਾਂ ਹਨ।’’

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਵਸ ਨੂੰ ਸੂਬਾ ਪੱਧਰ ’ਤੇ ਮਨਾਏਗੀ ਅਤੇ ਇਸ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ  ਵਿਰਾਸਤੀ ਸ਼ੈਲੀ ਦਾ ਇੱਕ ਪ੍ਰਬੰਧਕੀ ਕੰਪਲੈਕਸ ਬਣਾਇਆ ਜਾਵੇਗਾ। ਲਗਭਗ 7.15 ਲੱਖ ਨਾਗਰਿਕਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ 312 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਨਾਗਰਿਕ ਸੇਵਾਵਾਂ ਵਿੱਚ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ 412 ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਦੀ ਸਹੂਲਤ ਲਾਗੂ ਕੀਤੀ ਗਈ ਹੈ ਅਤੇ ਸੇਵਾ ਕੇਂਦਰਾਂ ਵਿੱਚ ਆਵਾਜਾਈ ਸੇਵਾਵਾਂ ਨੂੰ ਡਿਜੀਟਲਾਈਜ਼ ਕੀਤਾ ਗਿਆ ਹੈ। ਡਿਜੀਟਲ ਲੈਂਡ ਰਿਕਾਰਡ ਪਲੇਟਫਾਰਮ ਜਿਵੇਂ ਕਿ ਆਸਾਨ ਜਮ੍ਹਾਂਬੰਦੀ ਅਤੇ ਆਸਾਨ ਰਜਿਸਟਰੀ ਵੀ ਦਿੱਤੀ ਗਈ ਹੈ। ’ਆਪ’ ਸਰਕਾਰ ਨੇ ਪੂਰੀ ਤਰ੍ਹਾਂ ਡਿਜੀਟਲ ਪ੍ਰਣਾਲੀ ਰਾਹੀਂ ਹੜ੍ਹ ਰਾਹਤ ਲਈ 1010 ਕਰੋੜ ਰੁਪਏ ਜਾਰੀ ਕੀਤੇ ਹਨ।

ਬੁਨਿਆਦੀ ਢਾਂਚੇ ਦੇ ਨਿਵੇਸ਼ਾਂ ਨੂੰ ਉਜਾਗਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਲਈ ਅਲਾਟਮੈਂਟ ਨੂੰ ਦੁੱਗਣਾ ਕਰਕੇ 5,440 ਕਰੋੜ ਕਰ ਦਿੱਤਾ ਗਿਆ ਹੈ, ਜਿਸ ਵਿੱਚ  ਸੜਕਾਂ, ਪੀ.ਐਮ.ਜੀ.ਵਾਈ-3  ਅਤੇ ਕੇਂਦਰੀ ਸੜਕ ਅਤੇ ਬੁਨਿਆਦੀ ਢਾਂਚਾ ਫੰਡ ਅਧੀਨ ਪ੍ਰੋਜੈਕਟ ਸ਼ਾਮਲ ਹਨ। ਨਹਿਰੀ ਨੈੱਟਵਰਕ ਨੂੰ ਬਿਹਤਰ ਬਣਾਉਣ ਲਈ ਜਲ ਸਰੋਤਾਂ ਲਈ 2971 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਨਾਲ ਸਰਕਾਰ ਦਾ ਟੀਚਾ ਸਾਲ ਦੇ ਅੰਤ ਤੱਕ ਨਹਿਰੀ ਸਿੰਚਾਈ ਸਮਰੱਥਾ ਨੂੰ ਦੁੱਗਣਾ ਕਰਕੇ ਸੱਤ ਮਿਲੀਅਨ ਏਕੜ ਕਰਨ ਦਾ ਹੈ। ਇਸੇ ਤਰ੍ਹਾਂ ਹੜ੍ਹ ਸੁਰੱਖਿਆ ਕਾਰਜ, ਡਰੇਨ ਸਫਾਈ ਅਤੇ  ਫਿਰੋਜ਼ਪੁਰ ਫੀਡਰ ਅਤੇ ਕਾਠਗੜ੍ਹ ਲਿਫਟ ਸਕੀਮ ਦੀ ਮਜ਼ਬੂਤੀ ਦਾ ਕੰਮ ਪ੍ਰਗਤੀ ਅਧੀਨ ਹੈ।

ਫਿਰ ਤੋਂ ਬਿਜਲੀ ਖੇਤਰ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘ਮਿਸ਼ਨ ਰੌਸ਼ਨ ਪੰਜਾਬ’ ਪਹਿਲਕਦਮੀ ਵਿੱਚ ਨਵੇਂ ਸਬਸਟੇਸ਼ਨਾਂ ਅਤੇ 25000 ਕਿਲੋਮੀਟਰ ਬਿਜਲੀ ਲਾਈਨਾਂ ਨਾਲ ਬਿਜਲੀ ਵੰਡ ਨੈੱਟਵਰਕ ਨੂੰ ਆਧੁਨਿਕ ਬਣਾਉਣ ਲਈ 5,000 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਖਪਤਕਾਰਾਂ ਦੇ ਲਾਭਾਂ ਨੂੰ ਪ੍ਰਭਾਵਿਤ ਕੀਤੇ ਬਿਨਾਂ ਸੂਬੇ ਦੇ ਸਬਸਿਡੀ ਬੋਝ ਨੂੰ 25 ਪ੍ਰਤੀਸ਼ਤ ਘਟਾਉਣ ਲਈ ਸੁਧਾਰਾਂ ਦੀ ਵੀ ਯੋਜਨਾ ਬਣਾਈ ਗਈ ਹੈ। ਆਦਮਪੁਰ ਅਤੇ ਹਲਵਾਰਾ ਹਵਾਈ ਅੱਡਿਆਂ ਦੇ ਕਾਰਜਸ਼ੀਲ ਹੋਣ ਨਾਲ ਸ਼ਹਿਰੀ ਹਵਾਬਾਜ਼ੀ ਬੁਨਿਆਦੀ ਢਾਂਚੇ ਦਾ ਵਿਸਥਾਰ ਹੋਇਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਰਾਸ਼ਟਰੀ ਮਾਈਨਿੰਗ ਰੈਡੀਨੈੱਸ ਇੰਡੈਕਸ ਵਿੱਚ ਸਿਖ਼ਰਲਾ ਦਰਜਾ ਪ੍ਰਾਪਤ ਕੀਤਾ ਹੈ ਅਤੇ ਮਾਈਨਿੰਗ ਮਾਲੀਆ ਦੁੱਗਣਾ ਹੋ ਕੇ 500 ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ। ਇਸੇ ਤਰ੍ਹਾਂ 1279 ਨਵੀਆਂ ਬੱਸਾਂ ਆਉਣ ਨਾਲ ਟਰਾਂਸਪੋਰਟ ਖੇਤਰ ਵਿੱਚ ਵੀ ਵਿਸਥਾਰ ਹੋਵੇਗਾ।

ਖੁਰਾਕ ਸੁਰੱਖਿਆ ਅਤੇ ਸਮਾਜ ਭਲਾਈ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਲਗਭਗ 40 ਲੱਖ ਪਰਿਵਾਰਾਂ ਨੂੰ ਮੁਫ਼ਤ ਤਿਮਾਹੀ ਜ਼ਰੂਰੀ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਲਈ 900 ਕਰੋੜ ਰੁਪਏ ਦੀ ਅਲਾਟਮੈਂਟ ਨਾਲ ‘ਮੇਰੀ ਰਸੋਈ’ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ 10 ਲੱਖ ਹੋਰ ਲਾਭਪਾਤਰੀਆਂ ਲਈ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ। ਲਗਭਗ 7500 ਡਿੱਪੂਆਂ ਦੀ ਅਲਾਟਮੈਂਟ ਰਾਹੀਂ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਸਮਾਜ ਭਲਾਈ ਅਤੇ ਨਿਆਂ ਖੇਤਰ ਨੂੰ 18,304 ਕਰੋੜ ਰੁਪਏ ਦੀ ਅਲਾਟਮੈਂਟ ਪ੍ਰਾਪਤ ਹੋਈ ਹੈ, ਜਿਸ ਵਿੱਚ ਮਾਸਿਕ ਵਿੱਤੀ ਸਹਾਇਤਾ ਪੈਨਸ਼ਨਾਂ ਲਈ 6,150 ਕਰੋੜ ਰੁਪਏ ਅਤੇ ਅਨੁਸੂਚਿਤ ਜਾਤੀ ਉਪ-ਯੋਜਨਾ ਅਧੀਨ 17,700 ਕਰੋੜ ਰੁਪਏ ਸ਼ਾਮਲ ਹਨ।

ਆਪਣੇ ਬਜਟ ਭਾਸ਼ਣ ਦੀ ਸਮਾਪਤੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਕੁੱਲ ਮਾਲੀਆ ਪ੍ਰਾਪਤੀਆਂ 1,26,190 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ, ਜਿਸ ਦਾ ਸਮਰਥਨ 16ਵੇਂ ਵਿੱਤ ਕਮਿਸ਼ਨ ਤੋਂ ਵਧੇ ਹੋਏ ਵਿਤਰਣ ਦੁਆਰਾ ਕੀਤਾ ਗਿਆ ਹੈ , ਇਸ ਨਾਲ ਸੂਬੇ ਕੇਂਦਰੀ ਟੈਕਸਾਂ ਵਿੱਚ 30,464 ਕਰੋੜ ਰੁਪਏ ਜੁਟਾਉਣ ਲਈ ਸਮਰੱਥ ਹੋਵੇਗਾ । ਉਨ੍ਹਾਂ ਅੱਗੇ ਕਿਹਾ ਕਿ ਸ਼ਾਸਨ ਸੁਧਾਰਾਂ ਅਤੇ ਲਾਗੂ ਕਰਨ ਨਾਲ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ 53,122 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਅਨੁਮਾਨ  ਹੈ, ਜਦੋਂ ਕਿ ਸੂਬੇ ਨੇ ਵਿੱਤੀ ਸਾਲ 2026-27 ਲਈ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ 9,000 ਕਰੋੜ ਅਤੇ ਜੀ.ਐਸ.ਟੀ. ਤੋਂ 32,000 ਕਰੋੜ ਰੁਪਏ ਦਾ ਟੀਚਾ ਰੱਖਿਆ ਹੈ।

ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਨੇ ਗਰੰਟੀ ਰਿਡੈਂਪਸ਼ਨ ਫੰਡ ਵਿੱਚ 1,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ ਅਤੇ ਜਾਇਦਾਦ ਬਣਾਉਣ ਲਈ ਪੂੰਜੀ ਖਰਚ ਨੂੰ ਦੁੱਗਣਾ ਕਰਕੇ 18,381 ਕਰੋੜ ਰੁਪਏ ਕਰ ਦਿੱਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਕਰਜ਼-ਤੋਂ-ਜੀ.ਐਸ.ਡੀ.ਪੀ. ਅਨੁਪਾਤ 48.25 ਫੀਸਦੀ ਤੋਂ ਘਟਾ ਕੇ 44.47 ਫੀਸਦੀ ਕਰ ਦਿੱਤਾ ਗਿਆ ਹੈ।’’ ਉਨ੍ਹਾਂ ਕਿਹਾ ਕਿ ਸਰਕਾਰ ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਵਿੱਚ ਨਿਵੇਸ਼ ਕਰਦਿਆਂ ਪੰਜਾਬ ਦੀ ਵਿੱਤੀ ਸਿਹਤ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।
--------------

ਸ਼ੁਲਤਨਾਪੁਰ ਲੋਧੀ/ਬਿਊੋ ਨਿਊਜ਼
ਵਿਸ਼ਵ ਵਿੱਚ ਅਮਨ-ਸ਼ਾਂਤੀ ਸਿਰਫ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਸਲਫੇ ਅਤੇ ਸਰਬੱਤ ਦੇ ਭਲੇ ਦੇ ਸਿਧਾਂਤ ’ਤੇ ਅਮਲ ਕਰਨ ਨਾਲ ਹੀ ਸੰਭਵ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਿਲੀਪਾਈਨ ਦੇ ਦੌਰੇ ’ਤੇ ਗਏ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉੱਥੇ ਧਾਰਮਿਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧ ਰਹੇ ਟਕਰਾਅ ’ਤੇ ਜਿੱਥੇ ਡੂੰਘੀ ਚਿੰਤਾ ਪ੍ਰਗਟਾਈ, ਉੱਥੇ ਉਨ੍ਹਾਂ ਅਮਰੀਕਾ-ਇਜ਼ਰਾਈਲ ਵਲੋਂ ਕੀਤੇ ਗਏ ਸਾਂਝੇ ਹਮਲਿਆਂ ਦੌਰਾਨ ਇਰਾਨ ਦੇ ਸੁਪਰੀਮ ਲੀਡਰ ਅਇਤੁੱਲਾ ਅਲੀ ਖਾਮੇਨੇਈ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜੰਗਾਂ ਦੇ ਵੀ ਕੁਝ ਨਿਯਮ ਅਤੇ ਮਰਿਆਦਾਵਾਂ ਹੁੰਦੀਆਂ ਹਨ, ਪਰ ਨਿਰਦੋਸ਼ਾਂ, ਸਕੂਲੀ ਵਿਦਿਆਰਥੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਮੌਤ ਮਨੁੱਖਤਾ ਲਈ ਬਹੁਤ ਹੀ ਪੀੜਾਦਾਇਕ ਅਤੇ ਚਿੰਤਾਜਨਕ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਸਿੱਖ ਕੌਮ ਦੁਨੀਆਂ ਦੀ ਇਕੱਲੀ ਐਸੀ ਕੌਮ ਹੈ, ਜੋ ਹਰ ਰੋਜ਼ ਸਵੇਰ-ਸ਼ਾਮ ਦੀ ਅਰਦਾਸ ’ਚ ਪੂਰੀ ਮਨੁੱਖਤਾ ਲਈ ‘ਸਰਬੱਤ ਦਾ ਭਲਾ’ ਮੰਗਦੀ ਹੈ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਨੀਆ ਭਰ ਤੋਂ ਪੰਜਾਬ ਦੀ ਪਵਿੱਤਰ ਧਰਤੀ 'ਤੇ ਪਹੁੰਚੇ ਉੱਘੇ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਉੱਘੇ ਕਾਨੂੰਨੀ ਵਿਦਵਾਨ, ਕਾਨੂੰਨੀ ਸੰਸਥਾਵਾਂ ਦੇ ਮੁਖੀ, ਵਕੀਲ ਅਤੇ ਹੋਰ ਉੱਘੇ ਸ਼ਖਸੀਅਤਾਂ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਵਿਸ਼ਵ ਭਰ ਤੋਂ ਕਾਨੂੰਨੀ ਮਾਹਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ ਲਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਚੁਣਨ ਵਾਸਤੇ ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ-2026 ਦੇ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਇਸ ਵਫ਼ਦ ਵਿੱਚ ਅਮਰੀਕਾ, ਯੂਕੇ, ਕੈਨੇਡਾ ਅਤੇ ਸਿੰਗਾਪੁਰ ਤੋਂ ਸਿੱਖ ਵਕੀਲ, ਜੱਜ ਅਤੇ ਹੋਰ ਉੱਘੀਆਂ ਸਿੱਖ ਸ਼ਖਸੀਅਤਾਂ ਸ਼ਾਮਲ ਹਨ, ਜੋ ਆਪਣੇ ਪੁਰਖਿਆਂ ਦੀ ਪਵਿੱਤਰ ਧਰਤੀ 'ਤੇ ਬਹੁੜੇ ਹਨ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਉਹ ਸ਼ਖ਼ਸੀਅਤਾਂ ਵੀ ਸ਼ਾਮਲ ਹਨ, ਜਿਨ੍ਹਾਂ ਨੇ ਆਪਣੀ ਪ੍ਰਤਿਭਾ, ਲਗਨ ਅਤੇ ਸਖ਼ਤ ਮਿਹਨਤ ਨਾਲ ਵਿਦੇਸ਼ਾਂ ਵਿੱਚ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਉਨ੍ਹਾਂ ਦੀਆਂ ਪ੍ਰਾਪਤੀਆਂ 'ਤੇ ਮਾਣ ਮਹਿਸੂਸ ਕਰਦੇ ਹਨ ਅਤੇ ਇਹ ਪਲ ਸਾਰੇ ਪੰਜਾਬੀਆਂ ਲਈ ਮਾਣ ਵਾਲੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗੰਬਰਾਂ ਅਤੇ ਅਧਿਆਤਮਕ ਆਗੂਆਂ ਦੀ ਪਵਿੱਤਰ ਧਰਤੀ ਹੈ ਅਤੇ ਪੰਜਾਬ ਸਰਕਾਰ ਤੁਹਾਡੇ ਸਭਨਾਂ ਦੀ ਮੇਜ਼ਬਾਨੀ ਕਰਕੇ ਵਧੇਰੇ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨੂੰ ਬਹਾਦਰ ਅਤੇ ਮਿਹਨਤੀ ਲੋਕਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਅਤੇ ਜਿੱਥੇ ਸਾਡੇ ਜਵਾਨ ਸਰਹੱਦਾਂ ਦੀ ਰਾਖੀ ਲਈ ਦਿਨ-ਰਾਤ ਡਟੇ ਰਹਿੰਦੇ ਹਨ, ਉਥੇ ਹੀ ਸਾਡੇ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਰਕੇ ਪੰਜਾਬ ਨੂੰ ਦੇਸ਼ ਦੇ ਅੰਨ ਭੰਡਾਰ ਅਤੇ ਘੜਗ ਭੁਜਾ ਵਜੋਂ ਵੀ ਜਾਣਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸ਼ਾਂਤੀਪੂਰਨ ਸੂਬਾ ਹੈ ਜਿੱਥੇ ਸਦਭਾਵਨਾ, ਆਪਸੀ ਸਤਿਕਾਰ ਅਤੇ ਭਾਈਚਾਰਾ ਇੰਨਾ ਮਜ਼ਬੂਤ ਹੈ ਕਿ ਨਫ਼ਰਤ ਦੇ ਬੀਜ ਉੱਗ ਹੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੁਨੀਆ ਦੇ ਸਾਹਮਣੇ ਫਿਰਕੂ ਸਦਭਾਵਨਾ ਦੀ ਇੱਕ ਸ਼ਾਨਦਾਰ ਤੇ ਸੁੰਦਰ ਮਿਸਾਲ ਰੱਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵਿਸ਼ਵਵਿਆਪੀ ਭਾਈਚਾਰੇ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ, ਜਿੱਥੇ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ ਵਰਗੇ ਪਵਿੱਤਰ ਅਸਥਾਨ ਅਤੇ ਜਲ੍ਹਿਆਂਵਾਲਾ ਬਾਗ ਸਥਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇੰਡੀਆ ਇੰਟਰਨੈਸ਼ਨਲ ਡਿਸਪਿਊਟਸ ਵੀਕ ਇੱਕ ਅਜਿਹਾ ਮੰਚ ਹੈ ਜੋ ਦੁਨੀਆ ਭਰ ਦੇ ਜੱਜਾਂ, ਸੀਨੀਅਰ ਵਕੀਲਾਂ, ਕਾਨੂੰਨੀ ਫਰਮਾਂ, ਨੌਜਵਾਨ ਵਕੀਲਾਂ, ਬੁੱਧੀਜੀਵੀਆਂ ਅਤੇ ਸੰਸਥਾਵਾਂ ਨੂੰ ਇਕੱਠਾ ਕਰਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜ ਦਿਨਾਂ ਦੌਰਾਨ ਘਰੇਲੂ ਹਿੰਸਾ, ਵਿੱਤੀ ਅਪਰਾਧ, ਜਨਹਿੱਤ ਮੁਕੱਦਮੇਬਾਜ਼ੀ, ਵਾਤਾਵਰਣ ਕਾਨੂੰਨ, ਮੀਡੀਆ ਰੈਗੂਲੇਸ਼ਨ, ਵਿਚੋਲਗੀ ਦੀ ਰਣਨੀਤੀ, ਸਰਹੱਦ ਪਾਰ ਦੇ ਨਿਪਟਾਰਿਆਂ ਅਤੇ ਹੋਰ ਮੁੱਖ ਵਿਸ਼ਿਆਂ ਸਮੇਤ ਵੱਖ-ਵੱਖ ਮਹੱਤਵਪੂਰਨ ਕਾਨੂੰਨੀ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਪਹਿਲ ਆਮ ਲੋਕਾਂ ਲਈ ਵੀ ਵਧੇਰੇ ਲਾਭਦਾਇਕ ਅਤੇ ਸਾਰਥਕ ਸਾਬਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਲਈ ਸਮੇਂ ਸਿਰ ਨਿਆਂ ਨੂੰ ਯਕੀਨੀ ਬਣਾਉਣ ਲਈ ਸਾਲ 2022 ਤੋਂ 159 ਕਾਨੂੰਨੀ ਅਧਿਕਾਰੀਆਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਾਨੂੰਨਾਂ ਅਤੇ ਨਿਯਮਾਂ ਨੂੰ ਲੋਕਾਂ ਲਈ ਪਹੁੰਚਯੋਗ ਬਣਾਉਣ ਵਾਸਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ 53 ਐਕਟਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਕੇ ਇਸਨੂੰ ਭਾਰਤ ਸਰਕਾਰ ਦੇ ਇੰਡੀਅਨ ਕੋਡ ਪੋਰਟਲ ’ਤੇ ਅਪਲੋਡ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਐਕਟ ਤਹਿਤ ਮੋਹਾਲੀ ਵਿੱਚ ਇੱਕ ਵਿਸ਼ੇਸ਼ ਅਦਾਲਤ ਸਥਾਪਤ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਮੋਗਾ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਛੇ ਵਿਸ਼ੇਸ਼ ਐਨ.ਆਰ.ਆਈ. ਅਦਾਲਤਾਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਤਰਨ ਤਾਰਨ ਵਿੱਚ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 2023 ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ ਅਦਾਲਤਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 48.82 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ ਕਿ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਸਾਰੇ ਲੋਕਾਂ ਤੱਕ ਨਿਆਂ ਦੀ ਪਹੁੰਚ ਹੋਵੇ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਭਜਨ ਸਿੰਘ ਈ.ਟੀ.ਓ., ਡਾ. ਬਲਬੀਰ ਸਿੰਘ, ਡਾ. ਰਵਜੋਤ, ਗੁਰਮੀਤ ਸਿੰਘ ਖੁੱਡੀਆਂ , ਬਰਿੰਦਰ ਗੋਇਲ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਮੌਜੂਦ ਸਨ।

 
 

ਚੰਡੀਗੜ੍ਹ : ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਵੱਡੇ ਉਦਯੋਗਿਕ ਘਰਾਣਿਆਂ ਨਾਲ ਲੜੀਵਾਰ ਉੱਚ-ਪੱਧਰੀ ਮੀਟਿੰਗਾਂ ਕਰ ਕੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ 13-15 ਮਾਰਚ 2026 ਤੱਕ ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਆਪਣੀ ਫੇਰੀ ਦੌਰਾਨ ਕੈਬਨਿਟ ਮੰਤਰੀ ਨੇ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ; ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ; ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਅਤੇ ਐਸਾਰ ਗਰੁੱਪ ਦੇ ਅੰਸ਼ੁਮਨ ਰੁਈਆ ਨਾਲ ਮੁਲਾਕਾਤ ਕੀਤੀ।

ਇਨ੍ਹਾਂ ਮੀਟਿੰਗਾਂ ਵਿੱਚ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਨਵਿਆਉਣਯੋਗ ਊਰਜਾ, ਫਾਰਮਾਸਿਊਟੀਕਲ, ਐਡਵਾਂਸਡ ਮੈਨੂਫੈਕਚਰਿੰਗ, ਡਿਜੀਟਲ ਬੁਨਿਆਦੀ ਢਾਂਚਾ ਅਤੇ ਗਰੀਨ ਲੌਜਿਸਟਿਕਸ ਵਰਗੇ ਖੇਤਰਾਂ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ।

ਟਾਟਾ ਗਰੁੱਪ ਨਾਲ ਮੁਲਾਕਾਤ

ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਨਾਲ ਵਿਚਾਰ-ਵਟਾਂਦਰੇ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਉਦਯੋਗਿਕ ਮਾਹੌਲ ਅਤੇ ਨਿਵੇਸ਼ ਤੇ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਲਈ  ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ 'ਤੇ ਚਾਨਣਾ ਪਾਇਆ।

ਦੋਵਾਂ ਧਿਰਾਂ ਨੇ ਲੁਧਿਆਣਾ ਵਿੱਚ ਟਾਟਾ ਸਟੀਲ ਦੀ ਮੌਜੂਦਗੀ ਦੇ ਆਧਾਰ 'ਤੇ ਐਡਵਾਂਸਡ ਮੈਨੂਫੈਕਚਰਿੰਗ ਅਤੇ ਸਟੀਲ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਦੇ ਮੌਕਿਆਂ 'ਤੇ ਚਰਚਾ ਕੀਤੀ। ਇਸ ਦੌਰਾਨ ਨਵਿਆਉਣਯੋਗ ਊਰਜਾ, ਇਲੈਕਟ੍ਰਿਕ ਮੋਬਿਲਟੀ ਅਤੇ ਗਲੋਬਲ ਕੈਪੇਬਿਲਟੀ ਸੈਂਟਰਜ਼ (ਜੀਸੀਸੀਜ਼) ਵਿੱਚ ਸੰਭਾਵੀ ਸਹਿਯੋਗ ਦੀ ਵੀ ਪੜਚੋਲ ਕੀਤੀ ਗਈ।

ਸ੍ਰੀ ਚੰਦਰਸ਼ੇਖਰਨ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਦੀ ਸ਼ਲਾਘਾ ਕੀਤੀ ਅਤੇ ਲੁਧਿਆਣਾ ਵਿੱਚ ਟਾਟਾ ਸਟੀਲ ਫੈਸਿਲਟੀ ਦੀ ਪ੍ਰਗਤੀ 'ਤੇ ਸੰਤੁਸ਼ਟੀ ਜ਼ਾਹਰ ਕੀਤੀ।

ਸਨ ਫਾਰਮਾ ਨਾਲ ਮੁਲਾਕਾਤ

ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ ਅਤੇ ਹੋਲ-ਟਾਈਮ ਡਾਇਰੈਕਟਰ ਤੇ ਸੀਓਓ ਆਲੋਕ ਸ਼ੰਘਵੀ ਨਾਲ ਆਪਣੀ ਮੁਲਾਕਾਤ ਵਿੱਚ ਕੈਬਨਿਟ ਮੰਤਰੀ ਨੇ ਫਾਰਮਾਸਿਊਟੀਕਲ, ਹੈਲਥਕੇਣਰ ਇਨੋਵੇਸ਼ਨ ਅਤੇ ਲਾਈਫ਼ ਸਾਇੰਸਜ਼ ਦੇ ਹੱਬ ਵਜੋਂ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਮੌਕਿਆਂ 'ਤੇ ਚਰਚਾ ਕੀਤੀ।

ਵਿਚਾਰ-ਵਟਾਂਦਰੇ ਦੌਰਾਨ ਫਾਰਮਾਸਿਊਟੀਕਲ ਮੈਨੂਫੈਕਚਰਿੰਗ ਅਤੇ ਫਾਰਮੂਲੇਸ਼ਨ ਸਹੂਲਤਾਂ ਦੇ ਵਿਸਥਾਰ, ਏਪੀਆਈ ਅਤੇ ਥੋਕ ਡਰੱਗ ਉਤਪਾਦਨ ਵਿੱਚ ਨਿਵੇਸ਼, ਫਾਰਮਾਸਿਊਟੀਕਲ ਵਿਸ਼ਲੇਸ਼ਣ ਤੇ ਰੈਗੂਲੇਟਰੀ ਸੇਵਾਵਾਂ ਲਈ ਗਲੋਬਲ ਕੈਪੇਬਿਲਟੀ ਸੈਂਟਰਾਂ ਦੀ ਸਥਾਪਨਾ ਅਤੇ ਪੰਜਾਬ ਦੇ ਮਜ਼ਬੂਤ ਖੇਤੀਬਾੜੀ ਮਾਹੌਲ ਦਾ ਲਾਭ ਉਠਾਉਂਦਿਆਂ ਨਿਊਟਰਾਸਿਊਟੀਕਲ ਅਤੇ ਵੈਲਨੈੱਸ ਸੈਂਗਮੈਂਟਸ ਦੇ ਵਿਕਾਸ 'ਤੇ ਚਰਚਾ ਕੀਤੀ ਗਈ ।

ਸਨ ਫਾਰਮਾ ਲੀਡਰਸ਼ਿਪ ਨੇ ਰਾਜ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਵਿੱਚ ਭਵਿੱਖ ਦੀਆਂ ਭਾਈਵਾਲੀਆਂ ਅਤੇ ਨਿਵੇਸ਼ ਦੀ ਪੜਚੋਲ ਵਿੱਚ ਦਿਲਚਸਪੀ ਪ੍ਰਗਟਾਈ।*ਟਾਟਾ ਪਾਵਰ ਨਾਲ ਮੀਟਿੰਗ*

ਮੰਤਰੀ ਨੇ ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਨਾਲ ਵੀ ਮੁਲਾਕਾਤ ਕੀਤੀ, ਜਿਸ ਵਿੱਚ ਕੰਪਨੀ ਦੀ ਸੀਨੀਅਰ ਲੀਡਰਸ਼ਿਪ ਨੇ ਸਾਫ਼ ਊਰਜਾ ਅਤੇ ਬਿਜਲੀ ਬੁਨਿਆਦੀ ਢਾਂਚੇ ਸਬੰਧੀ ਖੇਤਰਾਂ ਵਿੱਚ ਸਹਿਯੋਗ ਬਾਰੇ ਚਰਚਾ ਕੀਤੀ।

ਇਸ ਮੀਟਿੰਗ ਦੌਰਾਨ ਉਪਯੋਗਤਾ-ਪੈਮਾਨੇ ਦੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦਾ ਵਿਕਾਸ, ਛੱਤ 'ਤੇ ਸੋਲਰ ਪਲਾਂਟ ਲਗਾਉਣਾ, ਟਿਕਾਊ ਖੇਤੀਬਾੜੀ ਨੂੰ ਸਮਰਥਨ ਦੇਣ ਅਤੇ ਕਿਸਾਨਾਂ ਲਈ ਬਿਜਲੀ ਦੀਆਂ ਲਾਗਤਾਂ ਨੂੰ ਘਟਾਉਣ ਲਈ ਐਗਰੀ-ਸੋਲਰਾਈਜੇਸ਼ਨ ਪਹਿਲ ਅਤੇ ਰਾਜ ਭਰ ਵਿੱਚ ਇਲੈਕਟ੍ਰਿਕ ਵਾਹਨ ਚਾਰਜਿੰਗ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨਾ ਸ਼ਾਮਲ ਸੀ।

ਟਾਟਾ ਪਾਵਰ ਨੇ ਪੰਜਾਬ ਵਿੱਚ ਆਪਣੀ ਮੌਜੂਦਾ ਸਥਿਤੀ ਨੂੰ ਉਜਾਗਰ ਕੀਤਾ, ਜਿਸ ਵਿੱਚ ਲਗਭਗ 100 ਮੈਗਾਵਾਟ ਸਮਰੱਥਾ ਵਾਲੀ ਸੂਰਜੀ ਊਰਜਾ ਸਹੂਲਤ ਸ਼ਾਮਲ ਹੈ, ਜੋ ਕਿ ਰਾਜ ਦੇ ਨਵਿਆਉਣਯੋਗ ਊਰਜਾ ਵਾਤਾਵਰਣ ਪ੍ਰਣਾਲੀ ਪ੍ਰਤੀ ਕੰਪਨੀ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।


ਐਸਾਰ ਗਰੁੱਪ ਨਾਲ ਮੁਲਾਕਾਤ
ਐਸਾਰ ਗਰੁੱਪ ਦੇ ਡਾਇਰੈਕਟਰ ਅੰਸ਼ੁਮਨ ਰੁਈਆ ਨਾਲ ਇੱਕ ਹੋਰ ਮੀਟਿੰਗ ਵਿੱਚ ਐਸਾਰ ਗਰੁੱਪ ਦੇ ਪੰਜਾਬ ਦੇ ਉੱਭਰ ਰਹੇ ਉਦਯੋਗਿਕ ਵਾਤਾਵਰਣ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਭਰ ਰਹੇ ਖੇਤਰਾਂ ਵਿੱਚ ਮੌਕਿਆਂ ਦੀ ਪੜਚੋਲ ਕਰਨ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸਹਿਯੋਗ ਦੇ ਸੰਭਾਵੀ ਖੇਤਰਾਂ ਵਿੱਚ ਹਰੀ ਊਰਜਾ ਅਤੇ ਉਦਯੋਗਿਕ ਡੀਕਾਰਬੋਨਾਈਜ਼ੇਸ਼ਨ ਪਹਿਲਕਦਮੀਆਂ, ਮੋਹਾਲੀ-ਚੰਡੀਗੜ੍ਹ ਕੋਰੀਡੋਰ ਵਿੱਚ ਡੇਟਾ ਸੈਂਟਰਾਂ ਅਤੇ ਡਿਜੀਟਲ ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਐਸਾਰ ਦੇ ਗ੍ਰੀਨਲਾਈਨ ਮੋਬਿਲਿਟੀ ਸਲਿਊਸ਼ਨਜ਼ ਰਾਹੀਂ ਵਿਕਲਪਕ ਫਿਊਲ ਲੌਜਿਸਟਿਕਸ ਦਾ ਵਿਸਥਾਰ ਸ਼ਾਮਲ ਸੀ। ਮੀਟਿੰਗ ਵਿੱਚ ਐਸਾਰ ਗਰੁੱਪ ਦੀ ਤਕਨਾਲੋਜੀ ਸ਼ਾਖਾ ਬਲੈਕ ਬਾਕਸ ਲਿਮਟਿਡ ਰਾਹੀਂ ਪ੍ਰਬੰਧਿਤ ਆਈਟੀ ਅਤੇ ਡਿਜੀਟਲ ਬੁਨਿਆਦੀ ਢਾਂਚਾ ਸੇਵਾਵਾਂ ਲਈ ਸੰਭਾਵਨਾਵਾਂ ਦੀ ਵੀ ਪੜਚੋਲ ਕੀਤੀ ਗਈ।

ਨਿਵੇਸ਼ ਨੂੰ ਹੋਰ ਮਜ਼ਬੂਤ ਕਰਨਾ
ਇਹਨਾਂ ਮੀਟਿੰਗਾਂ ਤੋਂ ਬਾਅਦ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪੰਜਾਬ ਦੀ ਨਿਵੇਸ਼ ਸੰਭਾਵਨਾ ਨੂੰ ਪ੍ਰਦਰਸ਼ਿਤ ਕਰਨ ਅਤੇ ਵਿਸ਼ਵਵਿਆਪੀ ਕੰਪਨੀਆਂ ਨੂੰ ਰਾਜ ਵਿੱਚ ਉੱਭਰ ਰਹੇ ਮੌਕਿਆਂ ਨਾਲ ਜੋੜਨ ਲਈ ਇੱਕ ਪ੍ਰਮੁੱਖ ਪਲੇਟਫਾਰਮ ਵਜੋਂ ਕੰਮ ਕਰੇਗਾ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਣਯੋਗ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਸਮਰੱਥ ਅਤੇ ਉਦਯੋਗ-ਪੱਖੀ ਮਾਹੌਲ ਸਿਰਜਣ ਲਈ ਵਚਨਬੱਧ ਹੈ ਜੋ ਨਵੀਨਤਾ, ਨਿਰਮਾਣ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ।

ਨਵੇਂ ਉਦਯੋਗ ਦਿੱਗਜ਼ਾਂ ਨੇ ਹਾਲ ਹੀ ਵਿੱਚ ਪੰਜਾਬ ‘ਚ ਨਿਵੇਸ਼ ਲਈ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਭਵਿੱਖੀ ਭਾਈਵਾਲੀ ਅਤੇ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਹਿੱਸਾ ਲੈਣ ਵਿੱਚ ਡੂੰਘੀ ਦਿਲਚਸਪੀ ਪ੍ਰਗਟਾਈ।

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ ਘਰੇਲੂ ਖਪਤਕਾਰਾਂ ਲਈ ਡੇਢ ਰੁਪਏ ਪ੍ਰਤੀ ਯੁਨਿਟ ਤੱਕ ਕੀਮਤਾਂ ’ਚ ਕਟੌਤੀ ਕੀਤੀ ਗਈ ਹੈ। ਇਸਦੇ ਨਾਲ ਹੀ ਆਮ ਦੁਕਾਨਾਂ ਅਤੇ ਵਪਾਰਕ ਦੁਕਾਨਾਂ ਲਈ 79 ਪੈਸੇ ਪ੍ਰਤੀ ਯੁਨਿਟ ਤੱਕ ਰੇਟ ਘਟਾ ਦਿੱਤੇ ਗਏ ਹਨ। ਉਦਯੋਗਿਕ ਇਕਾਈਆਂ ਲਈ ਬਿਜਲੀ ਦਰਾਂ ਵਿਚ 74 ਪੈਸੇ ਪ੍ਰਤੀ ਯੂਨਿਟ ਦੀ ਕਮੀ ਕੀਤੀ ਗਈ ਹੈ। ਈ.ਵੀ. ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਤੱਕ ਘਟਾ ਦਿੱਤਾ ਗਿਆ ਹੈ, ਜੋ ਕਿ ਦੇਸ਼ ਵਿਚ ਸਭ ਤੋਂ ਘੱਟ ਹੈ। ਨਵੇਂ ਟੈਰਿਫ ਆਰਡਰ ਵਿਚ ਕਿਹਾ ਗਿਆ ਹੈ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੀ.ਐਸ.ਪੀ.ਸੀ.ਐਲ. ਪਹਿਲੀ ਵਾਰ ਇਕ ਕੁਸ਼ਲ ਅਤੇ ਲਾਭਕਾਰੀ ਕੰਪਨੀ ਬਣ ਗਈ ਹੈ। ਪੀ.ਐਸ.ਪੀ.ਸੀ.ਐਲ. ਨੂੰ ਵਿੱਤੀ ਸਾਲ 2024-25 ਵਿਚ ਏ+ ਰੇਟਿੰਗ ਅਤੇ 2634 ਕਰੋੜ ਦਾ ਮੁਨਾਫਾ ਦਿੱਤਾ ਗਿਆ ਹੈ, ਜੋ ਕਿ ਸਰਕਾਰ ਦੇ ਯਤਨਾਂ ਦਾ ਨਤੀਜਾ ਹੈ।

ਚੰਡੀਗੜ੍ਹ : ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਰਦਰਸ਼ੀ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ ਚਾਰ ਸਾਲ ਵਿੱਚ ਬਚਤ ਕੀਤੀ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਆਰੰਭਣ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਵਿਗਿਆਨਕ ਅਤੇ ਤਰਕਸੰਗਤ ਬਣਾਉਣ ਸਦਕਾ ਇਹ ਬਚਤ ਸੰਭਵ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ 45,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ। ਜਿਸ ਵਿੱਚ 4700 ਕਿਲੋਮੀਟਰ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਪੁਰਾਣੀਆਂ ਸੜਕਾਂ ਦੇ ਰੱਖ-ਰਖਾਅ ਅਤੇ ਚੌੜਾਕਰਨ ਦਾ ਕੰਮ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਉਤੇ 16209 ਕਰੋੜ ਰੁਪਏ ਖਰਚ ਆਉਣਗੇ।

ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਸੀ.ਐਮ. ਫਲਾਇੰਗ ਸੂਕਐਡ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕਾਰਜ ਦਾ ਜਾਇਜਾ ਲੈਣ ਲਈ ਰੋਜ਼ਾਨਾ ਜ਼ਿਲ੍ਹਾਵਾਰ/ ਸਰਕਲ ਵਾਈਜ਼ ਰੀਵਿਊ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਸੜਕ ਘਣਤਾ 154 ਕਿਲੋਮੀਟਰ/100 ਸਕੁਆਇਰ ਕਿਲੋਮੀਟਰ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦਾ ਆਰ.ਡੀ.ਐਫ. ਦਾ 8800 ਕਰੋੜ ਰੁਪਏ ਲੰਬੇ ਸਮੇਂ ਤੋਂ ਅਦਾ ਨਹੀਂ ਕੀਤਾ ਗਿਆ, ਪਰ ਫਿਰ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਸੜਕੀ ਮਾਰਗ ਧੁਰੇ ਵਜੋਂ ਕੰਮ ਕਰਦੀਆਂ ਹਨ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦੇ ਯਤਨਾਂ ਸਦਕਾ ਹੁਣ ਜਿਹੜੀ ਵੀ ਸੜਕ ਦਾ ਨਿਰਮਾਣ ਹੋ ਰਿਹਾ ਹੈ, ਉਸ ਦਾ ਅਗਲੇ ਪੰਜ ਸਾਲ ਦੀ ਰੱਖ-ਰਖਾਵ ਅਤੇ ਮੁਰੰਮਤ ਦੀ ਜ਼ਿੰਮੇਵਾਰੀ ਸੜਕ ਨਿਰਮਾਣ ਕਰਨ ਵਾਲੇ ਠੇਕੇਦਾਰ ਦੀ ਹੀ ਹੋਵੇਗੀ, ਜਿਸ ਨਾਲ ਸਰਕਾਰ ‘ਤੇ ਰੱਖ-ਰਖਾਵ ਅਤੇ ਮੁਰੰਮਤ ਦਾ ਜਿੱਥੇ ਵਾਧੂ ਵਿੱਤੀ ਬੋਝ ਨਹੀਂ ਪਵੇਗਾ, ਉੱਥੇ ਨਾਲ ਹੀ ਲੋਕਾਂ ਨੂੰ ਟੁੱਟੀਆਂ-ਫੁੱਟੀਆਂ ਸੜਕਾਂ ਤੋਂ ਵੀ ਨਿਜਾਤ ਮਿਲੇਗੀ।

ਰਾਜਾ ਵੜਿੰਗ ਨੇ ਕਿਹਾ : ਸਰਕਾਰ ਆਪਣੇ ਵਾਅਦਿਆਂ ’ਤੇ ਖਰੀ ਨਹੀਂ ਉਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਾਂਗਰਸ ਪਾਰਟੀ ਦੇ ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨੇ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਨ ਵਾਲੀ ਸਰਕਾਰ ਹੁਣ ਵਾਅਦਿਆਂ ਨੂੰ ਪੂਰਾ ਕਰਨ ਲਈ ਬਿਆਨਬਾਜ਼ੀ ਦਾ ਸਹਾਰਾ ਲੈ ਰਹੀ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਇਸੇ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਸੀ ਕਿ ਪੰਜਾਬ ਦੇ ਲੋਕਾਂ ਨੇ ਗਲਤੀ ਨਾਲ ਝੂਠੇ ਬੰਦਿਆਂ ਦੀ ਸਰਕਾਰ ਬਣਾ ਲਈ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹੋ ਜਿਹੀ ਪਾਰਟੀ ਬਣ ਗਈ ਹੈ, ਜਿਹੜੀ ਮੁੜ ਕੇ ਕਦੇ ਵੀ ਪੈਦਾ ਨਹੀਂ ਹੋਵੇਗੀ। ਇਸ ਮੌਕੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖਿਲਾਫ ਜੰਮ ਕੇ ਨਾਅਰੇਬਾਜ਼ੀ ਹੋਈ ਹੈ।  

 

ਚੰਡੀਗੜ੍ਹ : ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24x7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ।
ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੁਆਰਾ ਚੁੱਕੇ ਜਾ ਰਹੇ ਕਦਮਾਂ 'ਤੇ ਨਜ਼ਰ ਰੱਖੇਗਾ। ਇਸੇ ਤਰ੍ਹਾਂ ਹੈਲਪਲਾਈਨ 'ਤੇ ਪ੍ਰਾਪਤ ਹੋਈਆਂ ਸਾਰੀਆਂ ਕਾਲਾਂ ਦਾ ਸਹੀ ਰਿਕਾਰਡ ਰੱਖਣ ਦੇ ਨਾਲ-ਨਾਲ ਇਨ੍ਹਾਂ ਕਾਲਾਂ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਵੀ ਕੋਈ ਮਾਮਲਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਜਾਂ ਕਿਸੇ ਹੋਰ ਵਿਭਾਗ ਜਾਂ ਅਥਾਰਟੀ ਕੋਲ ਉਠਾਉਣ ਦੀ ਲੋੜ ਹੋਵੇ, ਨੋਡਲ ਅਫ਼ਸਰ ਇਹ ਯਕੀਨੀ ਬਣਾਏਗਾ ਕਿ ਇਸ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਕਦਮ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਪੰਜਾਬ ਦੇ ਵਸਨੀਕਾਂ ਨਾਲ ਸਬੰਧਤ ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਇਸ ਦਾ ਇੱਕੋ-ਇੱਕ ਉਦੇਸ਼ ਇਸ ਗੰਭੀਰ ਅਤੇ ਅਣਕਿਆਸੇ ਸੰਕਟ ਦੀ ਘੜੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਇਮਦਾਦ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਖਾੜੀ ਖਿੱਤੇ ਵਿੱਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"
------

8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਪੰਜਾਬ ਦਾ ਬਜਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ ਇਸ ਕਾਰਜਕਾਲ ਦਾ ਆਖਰੀ ਬਜਟ ਇਜਲਾਸ ਅੱਜ ਸ਼ੁੱਕਰਵਾਰ ਨੂੰ ਸ਼ੁਰੂ ਹੋ ਗਿਆ ਹੈ। ਇਹ ਬਜਟ ਇਜਲਾਸ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਰਾਜਪਾਲ ਨੇ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਨਾਲ ਆਪਣਾ ਭਾਸ਼ਣ ਸ਼ੁਰੂ ਕੀਤਾ। ਇਸਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਜਪਾਲ ਦਾ ਸਵਾਗਤ ਕੀਤਾ। ਰਾਜਪਾਲ ਨੇ ਆਪਣੇ ਸੰਬੋਧਨ ਵਿਚ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਤੋਂ ਇਲਾਵਾ ਰਾਜਪਾਲ ਨੇ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀਆਂ ਸਫਲਤਾਵਾਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕਾਂ ਨੇ ਬਜਟ ਇਜਲਾਸ ਦਾ ਬਾਈਕਾਟ ਕਰ ਦਿੱਤਾ। ਜ਼ਿਕਰਯੋਗ ਹੈ ਕਿ 8 ਮਾਰਚ ਦਿਨ ਐਤਵਾਰ ਨੂੰ ਮਹਿਲਾ ਦਿਵਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਜਦੋਂ ਐਤਵਾਰ ਵਾਲੇ ਦਿਨ ਬਜਟ ਪੇਸ਼ ਹੋਵੇਗਾ।

*

*ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ*

*ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਦੇ ਸੰਕਟ ਤੋਂ ਬਾਅਦ ਵਾਪਸ ਆਉਣ ਵਾਲਿਆਂ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ ’ਤੇ ਹੈਲਪ ਡੈਸਕ ਸਥਾਪਿਤ*

ਚੰਡੀਗੜ੍ਹ, 5 ਮਾਰਚ:


ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ।

ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ (ਮੋਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ।

ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸਵਾਗਤ ਕੀਤਾ।

ਵਾਪਸੀ ਕਰਨ ਵਾਲਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਐਨ ਆਰ ਆਈ ਵਿੰਗ ਵੱਲੋਂ ਸਥਾਪਿਤ 24×7 ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0172-2260042, 0172-2260043 ਅਤੇ ਵਟਸਐਪ ਹੈਲਪ ਲਾਈਨ ਨੰਬਰ +91 94787 79112 ਰਾਹੀਂ ਦੁਬਈ ਅਤੇ ਹੋਰ ਮੱਧ-ਪੂਰਬ/ਪੱਛਮੀ ਏਸ਼ੀਆ ਦੇਸ਼ਾਂ ਵਿੱਚ ਫਸੇ ਲੋਕਾਂ ਨੂੰ ਇਹ ਅਹਿਸਾਸ ਹੋਇਆ ਕਿ ਸਰਕਾਰ ਉਨ੍ਹਾਂ ਦੇ ਨਾਲ ਪਰਿਵਾਰ ਵਾਂਗ ਖੜੀ ਹੈ।

ਡਾ. ਸਨੀ ਸਿੰਘ ਅਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੱਛਮੀ ਏਸ਼ੀਆ ਸੰਕਟ ਦੌਰਾਨ ਵਿਦੇਸ਼ਾਂ ਵਿੱਚ ਫਸੇ ਭਾਰਤੀ ਅਤੇ ਪੰਜਾਬੀ ਲੋਕਾਂ ਦੇ ਹਿਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਦੱਸਿਆ ਕਿ ਰਾਜ ਸਰਕਾਰ ਭਾਰਤ ਸਰਕਾਰ ਦੇ ਵਿਦੇਸ਼ ਮਾਮਲੇ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਹੈ ਤਾਂ ਜੋ ਉੱਥੇ ਫਸੇ ਭਾਰਤੀਆਂ ਅਤੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾ ਸਕੇ।

ਬਠਿੰਡਾ ਦੇ ਪਰਿਵਾਰ ਦੀ ਮੈਂਬਰ ਨੀਰੂ ਗਰਗ, ਜਿਨ੍ਹਾਂ ਨੇ ਪੰਜਾਬ ਵਾਪਸੀ ਲਈ ਸਹਾਇਤਾ ਦੀ ਅਪੀਲ ਕੀਤੀ ਸੀ, ਨੇ ਖ਼ਾਸ ਤੌਰ ’ਤੇ ਪੰਜਾਬ ਦੇ ਐਨ ਆਰ ਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਸੰਕਟ ਕਾਲ ਦੇਖਣ ਤੋਂ ਬਾਅਦ ਮੰਤਰੀ ਨੇ ਖੁਦ ਫੋਨ ਕਰਕੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਹਮਦਰਦੀ ਅਤੇ ਸਹਿਯੋਗ ਜਤਾਇਆ।

ਉਨ੍ਹਾਂ ਨੇ ਮੁੱਖ ਮੰਤਰੀ ਸ.  ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਪੱਛਮੀ ਏਸ਼ੀਆ ਸੰਕਟ ਦੌਰਾਨ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਹੈਲਪ ਲਾਈਨ ਨੰਬਰ ਜਾਰੀ ਕੀਤੇ ਅਤੇ ਉਨ੍ਹਾਂ ਦੀ ਸੰਭਾਲ ਯਕੀਨੀ ਬਣਾਈ।
ਦੁਬਈ ਤੋਂ ਮੁੰਬਈ ਰਾਹੀਂ ਕਨੈਕਟਿੰਗ ਫਲਾਈਟ ਦੁਆਰਾ ਐਸ.ਏ.ਐਸ. ਨਗਰ ਪਹੁੰਚੇ ਸਾਰੇ ਵਾਪਸੀ ਕਰਨ ਵਾਲਿਆਂ ਨੇ ਕਿਹਾ ਕਿ ਹੁਣ ਉਹ ਆਪਣੇ ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਯਤਨਾਂ ਲਈ ਧੰਨਵਾਦ ਕਰਦੇ ਹਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.