Friday, 12 June 2026

ਸੰਗਰੂਰ;  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਲਤ ਵਿਦੇਸ਼ ਨੀਤੀ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੀਡਰਸ਼ਿਪ ਜਿਸਨੇ ਕਦੇ ਭਾਰਤ ਨੂੰ "ਵਿਸ਼ਵ ਗੁਰੂ" ਬਣਾਉਣ ਦਾ ਦਾਅਵਾ ਕੀਤਾ ਸੀ, ਹੁਣ ਉਸ ਨੇ ਦੇਸ਼ ਨੂੰ "ਵਿਸ਼ਵ ਚੇਲਾ" ਬਣਾ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦਾ ਲਾਭ ਆਮ ਲੋਕਾਂ ਦੀ ਬਜਾਏ ਉਨ੍ਹਾਂ ਦੇ ਕਾਰੋਬਾਰੀ ਦੋਸਤਾਂ ਨੂੰ ਹੀ ਹੋ ਰਿਹਾ ਹੈ।
ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਮਹੱਤਵਪੂਰਨ ਪ੍ਰੋਜੈਕਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਿਦੇਸ਼ ਅਤੇ ਆਰਥਿਕ ਨੀਤੀ, ਦੋਵਾਂ ਪਹਿਲੂਆਂ 'ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਬੇਚੈਨੀ ਦਾ ਮਾਹੌਲ ਹੈ। ਕੇਂਦਰ ਸਰਕਾਰ ਖਾੜੀ ਜੰਗ ਤੋਂ ਪੈਦਾ ਹੋਈ ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਉਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਪੂਰੀ ਤਰ੍ਹਾਂ ਹਫੜਾ-ਦਫੜੀ ਮੱਚ ਗਈ ਹੈ।
ਮੁੱਖ ਮੰਤਰੀ ਨੇ ਤੰਨਜ਼ ਕੱਸਦਿਆ ਕਿਹਾ, "ਇਹ ਹੈਰਾਨੀਜਨਕ ਗੱਲ ਹੈ ਕਿ ਜੰਗ ਇਜ਼ਰਾਈਲ ਅਤੇ ਈਰਾਨ ਦਰਮਿਆਨ ਚਲ ਰਹੀ ਹੈ ਤੇ ਇਸ ਦਾ ਪ੍ਰਭਾਵ ਕੇਂਦਰ ਵੱਲੋਂ ਜਾਣਬੁੱਝ ਕੇ ਦੇਸ਼ ‘ਤੇ ਪਾਇਆ ਜਾ ਰਿਹਾ ਹੈ ਜਦੋਂ ਕਿ ਕਿਸੇ ਹੋਰ ਗੁਆਂਢੀ ਦੇਸ਼ ਵਿੱਚ ਸਥਿਤੀ ਇੰਨੀ ਗੰਭੀਰ ਨਹੀਂ ਹੈ।"
ਵਿਦੇਸ਼ ਅਤੇ ਆਰਥਿਕ ਨੀਤੀਆਂ ‘ਚ ਅਸਫ਼ਲਤਾ
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸਿਤਮਜ਼ਰੀਫ਼ੀ ਵਾਲੀ ਗੱਲ ਹੈ ਕਿ "ਵਿਸ਼ਵ ਗੁਰੂ" ਬਣਨ ਦਾ ਮਾਣ ਕਰਨ ਵਾਲੇ ਪ੍ਰਧਾਨ ਮੰਤਰੀ ਨੇ ਹੁਣ ਦੇਸ਼ ਨੂੰ "ਵਿਸ਼ਵ ਚੇਲਾ" ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ, "ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਕੇਂਦਰ ਸਰਕਾਰ ਦੇਸ਼ ‘ਚ ਲਏ ਜਾਣ ਵਾਲੇ ਹਰੇਕ ਛੋਟੇ ਤੋਂ ਛੋਟੇ ਫੈਸਲੇ ਲਈ ਅਮਰੀਕਾ ‘ਚ ਬੈਠੇ ਆਪਣੇ ਦੋਸਤਾਂ ਤੋਂ ਮਨਜ਼ੂਰੀ ਲੈਂਦੀ ਹੈ। ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾਉਣ ਦੀ ਬਜਾਏ, ਪ੍ਰਧਾਨ ਮੰਤਰੀ ਨੂੰ ਤੇਲ, ਐਲਪੀਜੀ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ।"

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਨੂੰ ਇਸ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ ਜਿੱਥੇ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਸੋਚ-ਸਮਝ ਕੇ ਖ਼ਰਚ ਕਰਨ ਦੀ  ਤਾਕੀਦ ਕੀਤੀ ਜਾਂਦੀ ਹੈ ਅਤੇ ਉਹ ਆਪ ਐਸ਼ੋ-ਇਸ਼ਰਤ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਅੱਗੇ ਕਿਹਾ,“ਪ੍ਰਧਾਨ ਮੰਤਰੀ ਖੁਦ ਵਿਦੇਸ਼ੀ ਦੌਰਿਆਂ ਵਿੱਚ ਮਸ਼ਰੂਫ਼ ਹਨ, ਪਰ ਦੇਸ਼ ਵਾਸੀਆਂ ਨੂੰ ਵਿਦੇਸ਼ ਯਾਤਰਾ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦੇ ਹਨ। ਪ੍ਰਧਾਨ ਮੰਤਰੀ ਨੇ ਪਿਛਲੇ 14 ਸਾਲਾਂ ਵਿੱਚ ਕੀਤੇ ਇੰਨੇ ਵਿਦੇਸ਼ੀ ਦੌਰਿਆਂ ਤੋਂ ਹੋਈਆਂ ਪ੍ਰਾਪਤੀਆਂ ਦੀ ਜਾਣਕਾਰੀ ਕਦੇ ਵੀ ਮੀਡੀਆ, ਦੇਸ਼ ਜਾਂ ਸੰਸਦ ਨਾਲ ਸਾਂਝੀ  ਨਹੀਂ ਕੀਤੀ”।
*ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰੇ ਅਤੇ ਉਦਯੋਗਪਤੀਆਂ ਨਾਲ ਨੇੜਤਾ
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦਾ ਫਰਜ਼ ਹੈ ਕਿ ਉਹ ਲੋਕਾਂ ਨੂੰ ਇਨ੍ਹਾਂ ਦੌਰਿਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਣ, ਪਰ ਅਜਿਹਾ ਕਦੇ ਨਹੀਂ ਹੋਇਆ। ਉਨ੍ਹਾਂ ਦੱਸਿਆ ,“ਪ੍ਰਧਾਨ ਮੰਤਰੀ ਆਪਣੇ ਉਦਯੋਗਪਤੀ ਮਿੱਤਰਾਂ ਨੂੰ ਇਨ੍ਹਾਂ ਵਿਦੇਸ਼ੀ ਯਾਤਰਾਵਾਂ ’ਤੇ ਆਪਣੇ ਨਾਲ ਲਿਜਾ ਕੇ ਉਨ੍ਹਾਂ ਨੂੰ ਨਿਵੇਸ਼ ਲਈ ਸਹੂਲਤ ਦਿੰਦੇ ਹਨ। ਨਤੀਜਾ ਇਹ ਹੈ ਕਿ ਨਰਿੰਦਰ ਮੋਦੀ ਦੇ ਨੇੜਲੇ ਉਦਯੋਗਪਤੀ ਦਿਨੋ-ਦਿਨ ਅਮੀਰ ਹੋ ਰਹੇ ਹਨ, ਜਦੋਂ ਕਿ ਦੂਜੇ ਪਾਸੇ ਦੇਸ਼ ਗਰੀਬ ਹੁੰਦਾ ਜਾ ਰਿਹਾ ਹੈ,”।
ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਤੇਲ ਦੀਆਂ ਕੀਮਤਾਂ ਲਗਾਤਾਰ ਵਧਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ,‘‘ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਅੰਤ ਨਹੀਂ ਹੋਵੇਗਾ ਕਿਉਂਕਿ ਕੇਂਦਰ ਸਰਕਾਰ ਲੋਕ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ। ਲੋਕ ਭਾਰੀ ਬੋਝ ਹੇਠ ਦੱਬੇ ਰਹਿਣਗੇ ਕਿਉਂਕਿ ਚੋਣ ਮੋਡ ਵਿੱਚ ਰੁੱਝੇ ਹੋਣ ਕਰਕੇ ਕੇਂਦਰ ਸਰਕਾਰ ਹੁਣੇ -ਹੁਣੇ ਕੁੰਭਕਰਨੀ ਨੀਂਦ ਤੋਂ ਜਾਗੀ ਹੈ ’’।
*ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਅਤੇ ਸਿਰਫ਼ ਉਹੀ ਦੁਹਰਾਉਂਦੇ ਹਨ ਜਿਸ ਦਾ ਹੁਕਮ ਭਾਜਪਾ ਹਾਈ ਕਮਾਂਡ ਵੱਲੋਂ ਦਿੱਤਾ ਜਾਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਾਜਪਾ ਲੀਡਰਸ਼ਿਪ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਬੇਬੁਨਿਆਦ ਅਤੇ ਤਰਕਹੀਣ ਬਿਆਨਬਾਜ਼ੀ ਕਰਨ ਲਈ ਨਿੰਦਾ ਕੀਤੀ। ਉਨ੍ਹਾਂ ਕਿਹਾ, ‘‘ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਕਿਉਂਕਿ ਉਹ ਸਿਰਫ਼ ਉਨ੍ਹਾਂ ਦੀ ਆਪਣੀ ਪਾਰਟੀ ਦੇ ਬੁਲਾਰੇ ਹਨ ਅਤੇ ਜੋ ਕੁਝ ਉਨ੍ਹਾਂ ਦੀ ਹਾਈ ਕਮਾਂਡ ਉਨ੍ਹਾਂ ਤੋਂ ਕਹਾਉਣਾ ਚਾਹੁੰਦੀ ਹੈ, ਉਹੀ ਕਹਿੰਦੇ ਹਨ।’’

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਚੁੱਕਿਆ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਕਿ ਪੰਜਾਬ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਉਠਾਇਆ ਹੈ ਅਤੇ ਉਨ੍ਹਾਂ ਨੇ ਪੰਜਾਬ ਦੀਆਂ ਲੋੜਾਂ ਪੂਰੀਆਂ ਕੀਤੇ ਜਾਣ ਬਾਰੇ ਭਰੋਸਾ ਵੀ ਦਿੱਤਾ ਹੈ ’’।

*ਵਿਰੋਧੀ ਪਾਰਟੀਆਂ ’ਤੇ ਦਬਾਅ ਪਾਉਣ ਲਈ ਭਾਜਪਾ ਦੇ ਰਾਜਨੀਤਿਕ ਵਿੰਗਾਂ ਵਜੋਂ ਈ.ਡੀ., ਸੀ.ਬੀ.ਆਈ. ਅਤੇ ਆਮਦਨ ਕਰ ਦੀ ਕੀਤੀ ਜਾ ਰਹੀ ਹੈ ਦੁਰਵਰਤੋਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਬਾਰੇ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਏਜੰਸੀਆਂ ਭਾਜਪਾ ਦੇ ਵਿੰਗਾਂ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, “ਕੇਂਦਰ ਸਰਕਾਰ ਵੱਲੋਂ ਇਨ੍ਹਾਂ ਏਜੰਸੀਆਂ ਦੀ ਦੁਰਵਰਤੋਂ ਰਾਜਨੀਤਿਕ ਵਿਰੋਧੀਆਂ ’ਤੇ ਦਬਾਅ ਪਾਉਣ ਅਤੇ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਭਗਵਾ ਪਾਰਟੀ ਵਿੱਚ ਸ਼ਾਮਲ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਏਜੰਸੀਆਂ ਰਾਹੀਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ, ਭਾਜਪਾ ਦੇਸ਼ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਬਹੁਤ ਹੇਠਾਂ ਡਿੱਗ ਰਹੀ ਹੈ।”

ਚੰਡੀਗੜ੍ਹ/ਬਿਊਰੋ ਨਿਊਜ਼  
ਭਾਰਤੀ ਮੌਸਮ ਵਿਭਾਗ ਵਲੋਂ ਪੰਜਾਬ, ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ਵਿਚ ਅਚਾਨਕ ‘ਗੰਭੀਰ ਗਰਮੀ’ ਅਤੇ ਲੂ  ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਚਿਤਾਵਨੀ ਵਿਚ ਕਿਹਾ ਗਿਆ ਹੈ ਕਿ ਇਸ ਦੌਰਾਨ ਲੋਕ ਧੁੱਪ ਵਿਚ ਨਿਕਲਣ ਤੋਂ ਸਾਵਧਾਨ ਰਹਿਣ। ਇਸ ਭਿਆਨਕ ਗਰਮੀ ਨਾਲ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸੇ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜ਼ਿਆਦਾ ਪਾਣੀ, ਨਿੰਬੁੂ ਪਾਣੀ ਅਤੇ ਲੱਸੀ ਪੀਓ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੀ 25 ਮਈ ਤੱਕ ਜ਼ਿਆਦਾ ਲੂ ਚੱਲਣ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ  ਦੀ ਰਫਤਾਰ ਨਾਲ ਤੇਜ਼  ਹਵਾਵਾਂ ਚੱਲ ਸਕਦੀਆਂ ਹਨ। ਉਧਰ ਦੂਜੇ ਪਾਸੇ ਬਠਿੰਡਾ  ਵਿਚ ਤਾਪਮਾਨ 47 ਡਿਗਰੀ ਤੱਕ ਪਹੁੰਚ ਗਿਆ ਹੈ ਅਤੇ ਵਧਦੀ ਗਰਮੀ ਦੌਰਾਨ ਬਿਜਲੀ ਦੀ ਮੰਗ ਵੀ ਲਗਾਤਾਰ ਵਧਦੀ ਜਾ ਰਹੀ ਹੈ।  

ਚੰਡੀਗੜ੍ਹ : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ 'ਤੇ ਅਪਲੋਡ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਸਨ। ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ। ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ ਸ਼ੁਰੂ ਅਤੇ ਮੁਕੰਮਲ ਕੀਤੇ ਜਾਣ।

ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਡਿਪਟੀ ਕਮਸ਼ਨਰਾਂ ਨੂੰ ਮਈ ਦੇ ਅੰਤ ਤੱਕ ਦੋ ਵਿਸਤ੍ਰਿਤ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾ ਕਿਹਾ ਕਿ ਪਹਿਲੀ ਰਿਪੋਰਟ ਵਿੱਚ ਉਨ੍ਹਾਂ ਕਾਰਨਾਂ ਦਾ ਸਪੱਸ਼ਟ ਵੇਰਵਾ ਹੋਣਾ ਚਾਹੀਦਾ ਹੈ ਜਿਨ੍ਹਾਂ ਕਰਕੇ ਪਹਿਲੇ ਪੜਾਅ ਦੇ ਕੰਮ 31 ਮਈ ਤੱਕ ਮੁਕੰਮਲ ਨਹੀਂ ਹੋ ਸਕੇ ਅਤੇ ਦੂਜੀ ਰਿਪੋਰਟ ਵਿੱਚ ਆਉਣ ਵਾਲੇ ਦੂਜੇ ਪੜਾਅ ਦੇ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਇੱਕ ਵਿਆਪਕ ਯੋਜਨਾ ਅਤੇ ਸਮਾਂ-ਸੀਮਾ ਦਾ ਖਾਕਾ ਪੇਸ਼ ਕਰਨਾ ਹੋਵੇਗਾ।

ਸਖ਼ਤ ਨਿਗਰਾਨੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਦੀ ਰਫ਼ਤਾਰ ਵਧਾਉਣ ਲਈ ਹਰ ਹਫ਼ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ। ਇਸ ਸਮੀਖਿਆ ਮੀਟਿੰਗ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ, ਜਦਕਿ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਪਟਨਾ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ  ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਦਾ ਰਾਹ ਪੂਰੇ ਦੇਸ਼ ਨੂੰ ਦਿਖਾਇਆ ਹੈ। ਪੰਜਾਬ, ਪੰਜਾਬੀਆਂ ਅਤੇ ਸਮੁੱਚੀ ਸਿੱਖ ਸੰਗਤ ਦੀ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਭਲੇ ਲਈ ਅਰਦਾਸ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਵਨ ਸ਼ਬਦ ਗੁਰੂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਪੰਜਾਬ ਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਸੁਭਾਗ ਬਖਸ਼ਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।
ਬੇਅਦਬੀ ਨੂੰ ਕਰੋੜਾਂ ਲੋਕਾਂ ਦੀ ਆਸਥਾ ਵਿਰੁੱਧ ਨਾ-ਮੁਆਫ਼ੀਯੋਗ ਜੁਰਮ ਦੱਸਦਿਆਂ ਮੁੱਖ ਮੰਤਰੀ ਨੇ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਅਜਿਹਾ ਹੀ ਸਖ਼ਤ ਕਾਨੂੰਨ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਬੰਧ ਵਿੱਚ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਜੁਰਅੱਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਆਪਣੀ ਸਾਰੀ ਉਮਰ ਜੇਲ੍ਹ ਵਿੱਚ ਬਿਤਾਉਣੀ ਪਵੇਗੀ। ਉਨ੍ਹਾਂ ਨੇ ਇਹ ਸਖ਼ਤ ਸੁਨੇਹਾ ਦਿੱਤਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕੋਈ ਵੀ ਹਰਕਤ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
  ਆਪਣੇ ਐਕਸ ਹੈਂਡਲ 'ਤੇ ਕੁਝ ਫੋਟੋਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਮੈਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਜਨਮ ਭੂਮੀ ਅਤੇ ਚਰਨ ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਮੈਂ ਗੁਰੂ ਸਾਹਿਬ ਅੱਗੇ ਮੱਥਾ ਟੇਕਿਆ ਅਤੇ ਪੰਜਾਬ, ਪੰਜਾਬੀਆਂ ਤੇ ਸਮੁੱਚੀ ਸਿੱਖ ਸੰਗਤ ਦੀ ਖੁਸ਼ਹਾਲੀ, ਤੰਦਰੁਸਤੀ ਤੇ ਸਦਾ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਮੈਂ ਗੁਰੂ ਸਾਹਿਬ ਦਾ ਦਿਲੋਂ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਨੇ ਸਾਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਮੌਕਾ ਦੇ ਕੇ ਪਵਿੱਤਰ ਸ਼ਬਦ ਗੁਰੂ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਦਾ ਸੁਭਾਗ ਬਖਸ਼ਿਆ। ਉਨ੍ਹਾਂ ਲ਼ਿਖਿਆ, ''ਗੁਰੂ ਸਾਹਿਬ ਸਭਨਾਂ 'ਤੇ ਆਪਣੀ ਮਿਹਰ ਤੇ ਆਸ਼ੀਰਵਾਦ ਬਣਾ ਕੇ ਰੱਖਣ।''
ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ (ਪਟਨਾ ਸਾਹਿਬ) ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਦੀ ਇਲਾਹੀ ਹਜ਼ੂਰੀ 'ਚ ਮੱਥਾ ਟੇਕ ਕੇ, ਮੈਂ ਪੰਜਾਬ, ਪੰਜਾਬੀਆਂ ਅਤੇ ਦੁਨੀਆ ਭਰ 'ਚ ਵਸਦੀ ਸਮੁੱਚੀ ਸਿੱਖ ਸੰਗਤ ਦੀ ਖੁਸ਼ਹਾਲੀ, ਤੰਦਰੁਸਤੀ ਅਤੇ ਸਦੀਵੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।”
ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸਿੱਖ ਹੀ ਨਹੀਂ, ਸਗੋਂ ਹਰ ਮਨੁੱਖ ਨੂੰ ਸਾਡੇ ਮਹਾਨ ਗੁਰੂਆਂ ਦੇ ਆਸ਼ੀਰਵਾਦ ਵਾਲੀ ਪਵਿੱਤਰ ਧਰਤੀ ਤੋਂ ਸ਼ਕਤੀ ਅਤੇ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚਾਈ, ਦਇਆ-ਭਾਵਨਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ।
  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਅਰਦਾਸ ਕੀਤੀ ਕਿ ਸੂਬੇ 'ਚ ਆਪਸੀ ਏਕਤਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇ।” ਉਨ੍ਹਾਂ ਅੱਗੇ ਕਿਹਾ ਕਿ ਮੈਂ ਸੂਬੇ ਦੇ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਨ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਉਨ੍ਹਾਂ ਦੀ ਸੇਵਾ ਕਰਨ ਲਈ ਸਰਵ ਸ਼ਕਤੀਮਾਨ ਪ੍ਰਮਾਤਮਾ ਤੋਂ ਅਸ਼ੀਰਵਾਦ ਮੰਗਿਆ।
ਮੁੱਖ ਮੰਤਰੀ ਨੇ ਅੱਗੇ ਕਿਹਾ, “ਇਸ ਪਵਿੱਤਰ ਧਰਤੀ 'ਤੇ ਮੱਥਾ ਟੇਕਣ ਤੋਂ ਬਾਅਦ, ਮੈਂ ਨਵੀਂ ਤੇ ਵਿਲੱਖਣ ਊਰਜਾ ਮਹਿਸੂਸ ਕਰ ਰਿਹਾ ਹਾਂ। ਇਸ ਫੇਰੀ ਨੇ ਮੈਨੂੰ ਮਿਸ਼ਨਰੀ ਜੋਸ਼ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਨਵੇਂ ਉਤਸ਼ਾਹ ਅਤੇ ਹੌਸਲੇ ਨਾਲ ਭਰ ਦਿੱਤਾ ਹੈ।”
ਗੁਰੂ ਸਾਹਿਬ ਦਾ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਪੂਰੇ ਦੇਸ਼ ਨੂੰ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਖਵਾਲੀ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ, “ਗੁਰੂ ਸਾਹਿਬ ਨੇ ਸਾਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਬਖਸ਼ੀ ਹੈ। ਪਵਿੱਤਰ ਸ਼ਬਦ ਗੁਰੂ ਦੀ ਪਵਿੱਤਰਤਾ ਅਤੇ ਮਾਣ ਨੂੰ ਕਾਇਮ ਰੱਖਣਾ ਸਾਡਾ ਸਭ ਦਾ ਇਖਲਾਕੀ ਫ਼ਰਜ਼ ਹੈ।”
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਾਣ-ਮਰਿਆਦਾ ਨੂੰ ਕਾਇਮ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਗੁਰੂ ਸਾਹਿਬ ਇਸੇ ਤਰ੍ਹਾਂ ਸਭਨਾਂ 'ਤੇ ਆਪਣੀ ਅਪਾਰ-ਕਿਰਪਾ ਤੇ ਆਸ਼ੀਰਵਾਦ ਬਣਾ ਕੇ ਰੱਖਣਗੇ ਅਤੇ ਪੰਜਾਬ ਨੂੰ ਵਧੇਰੇ ਖੁਸ਼ਹਾਲੀ, ਸ਼ਾਂਤੀ ਅਤੇ ਰੰਗਲੇ ਪੰਜਾਬ ਦੇ ਮਾਰਗ ਵੱਲ ਲੈ ਜਾਣਗੇ।
ਇਸ ਮੌਕੇ ਮੁੱਖ ਮੰਤਰੀ ਨਾਲ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਹਾਜ਼ਰ ਸਨ।

ਚੰਡੀਗੜ੍ਹ ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨ ਭਰ ਦੀ ਬੱਚਤ ਨੂੰ ਖ਼ਤਮ ਹੁੰਦੇ ਦੇਖਣਾ ਹੁੰਦਾ ਹੈ। ਕਈ ਪਰਿਵਾਰ ਇਲਾਜ ਵਿੱਚ ਦੇਰੀ ਕਰ ਦਿੰਦੇ ਹਨ, ਇਸ ਉਮੀਦ ਵਿੱਚ ਕਿ ਸ਼ਾਇਦ ਹਾਲਾਤ ਆਪਣੇ-ਆਪ ਠੀਕ ਹੋ ਜਾਣ ਕਿਉਂਕਿ ਇਲਾਜ ਦਾ ਖ਼ਰਚ ਉਨ੍ਹਾਂ ਨੂੰ ਬੀਮਾਰੀ ਤੋਂ ਵੀ ਵੱਧ ਭਾਰੀ ਲੱਗਦਾ ਹੈ।

ਸਾਲ 2021 ਵਿੱਚ ‘ਐਪਲਾਈਡ ਹੈਲਥ ਇਕਨਾਮਿਕਸ ਐਂਡ ਹੈਲਥ ਪਾਲਿਸੀ’ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਨੇ ਉਸ ਸੱਚਾਈ ਨੂੰ ਉਜਾਗਰ ਕੀਤਾ, ਜਿਸਨੂੰ ਲੋਕ ਪਹਿਲਾਂ ਤੋਂ ਮਹਿਸੂਸ ਕਰਦੇ ਸਨ— ਭਾਰਤ ਵਿੱਚ ਇਲਾਜ ਦਾ ਖ਼ਰਚ ਪਰਿਵਾਰਾਂ ‘ਤੇ ਭਾਰੀ ਪੈਂਦਾ ਹੈ ਅਤੇ ਅਕਸਰ ਉਨ੍ਹਾਂ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਦਿੰਦਾ ਹੈ। ਰਾਸ਼ਟਰੀ ਸਰਵੇਖਣ ਦੇ ਅੰਕੜਿਆਂ ‘ਤੇ ਆਧਾਰਿਤ ਇਸ ਅਧਿਐਨ ਵਿੱਚ ਦੱਸਿਆ ਗਿਆ ਕਿ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਬੀਮਾਰੀਆਂ ਦਾ ਇਲਾਜ ਪਰਿਵਾਰਾਂ ‘ਤੇ ਵੱਡਾ ਆਰਥਿਕ ਬੋਝ ਪਾਉਂਦਾ ਹੈ, ਖ਼ਾਸ ਕਰਕੇ ਨਿੱਜੀ ਹਸਪਤਾਲਾਂ ਵਿੱਚ। ਕਈ ਮਾਮਲਿਆਂ ਵਿੱਚ ਇਲਾਜ ਦੀ ਲਾਗਤ ਲੋਕਾਂ ਨੂੰ ਲੰਬੇ ਸਮੇਂ ਲਈ ਗਰੀਬੀ ਵੱਲ ਧੱਕ ਦਿੰਦੀ ਹੈ। ਇਹ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਬੀਮਾਰੀ ਸਿਰਫ਼ ਸਿਹਤ ਸਮੱਸਿਆ ਨਹੀਂ, ਸਗੋਂ ਆਰਥਿਕ ਸੰਕਟ ਦਾ ਵੀ ਵਿਸ਼ਾ ਹੈ।

ਪਰ ਅੱਜ ਪੰਜਾਬ ਵਿੱਚ ਇੱਕ ਵੱਖਰੀ ਤਸਵੀਰ ਉੱਭਰਦੀ ਹੋਈ ਦਿਖਾਈ ਦੇ ਰਹੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਪਰਿਵਾਰਾਂ ਦੇ ਸਿਹਤ ਸੇਵਾਵਾਂ ਨਾਲ ਜੁੜੇ ਤਜ਼ਰਬੇ ਵਿੱਚ ਇੱਕ ਪ੍ਰਭਾਵਸ਼ਾਲੀ ਬਦਲਾਅ ਵਜੋਂ ਉੱਭਰੀ ਹੈ। ਪਹਿਲੀ ਵਾਰ ਕਈ ਲੋਕਾਂ ਨੂੰ ਇਹ ਭਰੋਸਾ ਮਿਲ ਰਿਹਾ ਹੈ ਕਿ ਇਲਾਜ ਦਾ ਮਤਲਬ ਹੁਣ ਆਰਥਿਕ ਸੰਕਟ ਨਹੀਂ ਹੋਵੇਗਾ।

ਪੰਜਾਬ ਵਿੱਚ, ਜਿੱਥੇ ਕਦੇ ਹਸਪਤਾਲਾਂ ਦੇ ਬਿੱਲ ਪਰਿਵਾਰਾਂ ਨੂੰ ਕਰਜ਼ੇ ਅਤੇ ਨਿਰਾਸ਼ਾ ਵੱਲ ਧੱਕ ਦਿੰਦੇ ਸਨ, ਉੱਥੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੁਣ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਜ਼ਿੰਦਗੀ ਬਦਲ ਰਹੀ ਹੈ। 10 ਲੱਖ ਰੁਪਏ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਵਾਲੀ ਇਸ ਯੋਜਨਾ ਤਹਿਤ ਹੁਣ ਤੱਕ 1.59 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਹਾਇਤਾ ਮਿਲ ਚੁੱਕੀ ਹੈ। ਆਮ ਪਰਿਵਾਰਾਂ ਲਈ ਇਹ ਯੋਜਨਾ ਕਿਸੇ ਰਾਹਤ ਤੋਂ ਘੱਟ ਨਹੀਂ, ਜੋ ਪਹਿਲਾਂ ਬੀਮਾਰੀ ਦੇ ਡਰ ਤੋਂ ਹੀ ਘਬਰਾ ਜਾਂਦੇ ਸਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਾਡਾ ਉਦੇਸ਼ ਹੈ ਕਿ ਜਟਿਲ ਸਰਜਰੀਆਂ ਅਤੇ ਦਿਲ ਦੀਆਂ ਬੀਮਾਰੀਆਂ ਦੇ ਇਲਾਜ ਤੋਂ ਲੈ ਕੇ ਡਾਇਲਿਸਿਸ, ਨਵਜਾਤ ਬੱਚਿਆਂ ਦੀ ਦੇਖਭਾਲ ਅਤੇ ਗੰਭੀਰ ਬੀਮਾਰੀਆਂ ਦੇ ਇਲਾਜ ਤੱਕ ਕੋਈ ਵੀ ਵਿਅਕਤੀ ਸਿਰਫ਼ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਾਰੇ ਵਾਸੀਆਂ, ਜਿਨ੍ਹਾਂ ਵਿੱਚ ਮੱਧ ਵਰਗੀ ਪਰਿਵਾਰ, ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਵੀ ਸ਼ਾਮਲ ਹਨ, ਨੂੰ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਿਹਤ ਕਵਰੇਜ ਪ੍ਰਦਾਨ ਕਰਦੀ ਹੈ।”

ਇਹ ਯੋਜਨਾ ਅਪਡੇਟ ਕੀਤੇ ਗਏ ਹੈਲਥ ਬੈਨੀਫਿਟ ਪੈਕੇਜ 2.2 ਫਰੇਮਵਰਕ ਤਹਿਤ ਚੱਲ ਰਹੀ ਹੈ, ਜਿਸ ਵਿੱਚ ਲਗਭਗ 2,300 ਹੈਲਥ ਬੈਨੀਫਿਟ ਪੈਕੇਜ ਸ਼ਾਮਲ ਹਨ। ਇਹ ਸਹੂਲਤਾਂ 839 ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਹਨ। ਇਸ ਤੋਂ ਇਲਾਵਾ 98 ਵਿਸ਼ੇਸ਼ ਇਲਾਜ ਪੈਕੇਜ ਸਿਰਫ਼ ਸਰਕਾਰੀ ਹਸਪਤਾਲਾਂ ਲਈ ਰਾਖਵੇਂ ਕੀਤੇ ਗਏ ਹਨ।

ਇਸ ਯੋਜਨਾ ਦਾ ਪ੍ਰਭਾਵ ਹੁਣ ਸਪੱਸ਼ਟ ਦਿਖਾਈ ਦੇਣ ਲੱਗਾ ਹੈ। 16 ਮਈ ਤੱਕ 1.59 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਇਲਾਜ ਕੀਤਾ ਜਾ ਚੁੱਕਾ ਸੀ ਅਤੇ 3.11 ਲੱਖ ਤੋਂ ਵੱਧ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਗਈਆਂ। ਹੁਣ ਤੱਕ 522 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਹਰ ਅੰਕੜੇ ਦੇ ਪਿੱਛੇ ਇੱਕ ਕਹਾਣੀ ਹੈ— ਇੱਕ ਕਿਸਾਨ ਦੀ, ਜਿਸਨੂੰ ਸਰਜਰੀ ਲਈ ਆਪਣੀ ਜ਼ਮੀਨ ਨਹੀਂ ਵੇਚਣੀ ਪਈ; ਇੱਕ ਬੱਚੇ ਦੀ, ਜਿਸਦਾ ਇਲਾਜ ਬਿਨਾਂ ਦੇਰੀ ਸ਼ੁਰੂ ਹੋ ਗਿਆ ਅਤੇ ਉਸ ਪਰਿਵਾਰ ਦੀ, ਜੋ ਗੰਭੀਰ ਬੀਮਾਰੀ ਤੋਂ ਬਾਅਦ ਕਰਜ਼ੇ ਦੇ ਚੱਕਰ ਵਿੱਚ ਫਸਣ ਤੋਂ ਬਚ ਗਿਆ।

ਲੁਧਿਆਣਾ ਦੀਆਂ ਸ਼ੋਰ-ਸ਼ਰਾਬੇ ਵਾਲੀਆਂ ਗਲੀਆਂ ਤੋਂ ਲੈ ਕੇ ਤਰਨ ਤਾਰਨ ਦੇ ਸ਼ਾਂਤ ਪਿੰਡਾਂ ਤੱਕ ਯੋਜਨਾ ਬਾਰੇ ਜਾਗਰੂਕਤਾ ਵੀ ਤੇਜ਼ੀ ਨਾਲ ਵਧ ਰਹੀ ਹੈ। ਹੁਣ ਤੱਕ 44 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜੋ ਯੋਜਨਾ ਦੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ। ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਰਗੇ ਜ਼ਿਲ੍ਹਿਆਂ ਵਿੱਚ ਖ਼ਾਸ ਤੌਰ ‘ਤੇ ਮਜ਼ਬੂਤ ਨਾਮਾਂਕਨ ਦੇਖਿਆ ਜਾ ਰਿਹਾ ਹੈ ਕਿਉਂਕਿ ਪਰਿਵਾਰ ਹੁਣ ਡਰ ਕਰਕੇ ਨਹੀਂ, ਸਗੋਂ ਤਿਆਰੀ ਨਾਲ ਅੱਗੇ ਆ ਰਹੇ ਹਨ।

ਇਸ ਯੋਜਨਾ ਦੀ ਸਭ ਤੋਂ ਵੱਡੀ ਖਾਸੀਅਤ ਇਸ ਦੀ ਸੁਖਾਲੀ ਪ੍ਰਕਿਰਿਆ ਹੈ। ਰਜਿਸਟ੍ਰੇਸ਼ਨ ਕਾਮਨ ਸਰਵਿਸ ਸੈਂਟਰਾਂ, ਸਰਕਾਰੀ ਹਸਪਤਾਲਾਂ, ਜ਼ਿਲ੍ਹਾ ਦਫ਼ਤਰਾਂ ਅਤੇ ਵਿਸ਼ੇਸ਼ ਕੈਂਪਾਂ ਵਿੱਚ ਕਰਵਾਇਆ ਜਾ ਸਕਦਾ ਹੈ। ਆਧਾਰ ਕਾਰਡ ਅਤੇ ਵੋਟਰ ਕਾਰਡ ਵਰਗੇ ਆਮ ਦਸਤਾਵੇਜ਼ ਹੀ ਕਾਫ਼ੀ ਹਨ। ਯੋਜਨਾ ਵਿੱਚ ਸਿਰਫ਼ ਹਸਪਤਾਲ ਵਿੱਚ ਦਾਖ਼ਲੇ ਦਾ ਖ਼ਰਚ ਹੀ ਨਹੀਂ, ਸਗੋਂ ਇਲਾਜ ਤੋਂ ਪਹਿਲਾਂ ਦੀ ਜਾਂਚ ਅਤੇ ਇਲਾਜ ਤੋਂ ਬਾਅਦ ਦੀ ਦੇਖਭਾਲ ਵੀ ਸ਼ਾਮਲ ਹੈ, ਜਿਸ ਨਾਲ ਬੀਮਾਰੀ ਤੋਂ ਬਾਅਦ ਹੋਣ ਵਾਲੇ ਛੁਪੇ ਹੋਏ ਖਰਚਿਆਂ ਤੋਂ ਵੀ ਰਾਹਤ ਮਿਲਦੀ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਪਰਿਵਾਰ ਇਸ ਤਰ੍ਹਾਂ 10 ਲੱਖ ਰੁਪਏ ਤੱਕ ਦੀ ਬੱਚਤ ਕਰ ਸਕਦੇ ਹਨ:*
• ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਜਿਸ ਨਾਲ ਸਿੱਧੇ ਮੈਡੀਕਲ ਖ਼ਰਚ ਘਟ ਜਾਂਦੇ ਹਨ।
• ਸਰਜਰੀ, ਡਾਇਲਿਸਿਸ, ਕੈਂਸਰ ਇਲਾਜ, ਨਵਜਾਤ ਬੱਚਿਆਂ ਦੀ ਦੇਖਭਾਲ ਅਤੇ ਐਮਰਜੈਂਸੀ ਸੇਵਾਵਾਂ ਸ਼ਾਮਲ ਹਨ।
• ਇਲਾਜ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚ ਵੀ ਕਵਰ ਕੀਤੇ ਜਾਂਦੇ ਹਨ, ਜਿਸ ਨਾਲ ਛੁਪੇ ਹੋਏ ਆਰਥਿਕ ਬੋਝ ਤੋਂ ਰਾਹਤ ਮਿਲਦੀ ਹੈ।
• ਸਥਾਨਕ ਕੇਂਦਰਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੌਖੀ ਰਜਿਸਟ੍ਰੇਸ਼ਨ ਪ੍ਰਕਿਰਿਆ।
• ਬੀਮਾਰੀ ਦੇ ਸਮੇਂ ਕਰਜ਼ਾ ਲੈਣ, ਜਾਇਦਾਦ ਵੇਚਣ ਅਤੇ ਉੱਚ ਵਿਆਜ ‘ਤੇ ਉਧਾਰ ਲੈਣ ਦੀ ਲੋੜ ਨਹੀਂ ਪੈਂਦੀ।

ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਯੋਜਨਾ ਹੌਲੀ-ਹੌਲੀ ਪੰਜਾਬ ਦੀ ਸਿਹਤ ਸੇਵਾਵਾਂ ਦੀ ਹਕੀਕਤ ਨੂੰ ਬਦਲ ਸਕਦੀ ਹੈ। ਇੱਕ ਅਜਿਹੇ ਖੇਤਰ ਵਿੱਚ, ਜਿੱਥੇ ਨਿੱਜੀ ਮੈਡੀਕਲ ਖ਼ਰਚ ਤੇਜ਼ੀ ਨਾਲ ਵਧ ਰਹੇ ਹਨ, ਇਹ ਯੋਜਨਾ ਸਿਰਫ਼ ਪੈਸਾ ਨਹੀਂ ਸਗੋਂ ਲੱਖਾਂ ਪਰਿਵਾਰਾਂ ਨੂੰ ਨਿਸ਼ਚਿਤਤਾ ਵੀ ਪ੍ਰਦਾਨ ਕਰਦੀ ਹੈ, ਜੋ ਪੈਸੇ ਤੋਂ ਵੀ ਵੱਧ ਦੁਰਲੱਭ ਹੈ। ਇਹ ਨਿਸ਼ਚਿਤਤਾ ਇੰਝ ਮਹਿਸੂਸ ਹੁੰਦੀ ਹੈ ਜਿਵੇਂ ਲੰਬੇ ਸਮੇਂ ਤੱਕ ਸਾਹ ਰੋਕਣ ਤੋਂ ਬਾਅਦ ਵਿਅਕਤੀ ਮੁੜ ਖੁੱਲ੍ਹ ਕੇ ਸਾਹ ਲੈਂਦਾ ਹੈ।

ਪਟਨਾ : ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ 'ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ "ਅਣਐਲਾਨੇ ਲਾਕਡਾਊਨ" ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ। ਇਹ ਦੱਸਦਿਆਂ ਕਿ ਕੇਂਦਰ ਨੇ ਚੋਣਾਂ ਤੱਕ ਤੇਲ ਦੀਆਂ ਕੀਮਤਾਂ ਨੂੰ ਦਿਖਾਵੇ ਲਈ ਜਾਣ-ਬੁੱਛ ਕੇ ਸਥਿਰ ਰੱਖਿਆ, ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਖਤਮ ਹੋ ਗਈਆਂ ਹਨ, ਤਾਂ ਨਾਗਰਿਕਾਂ 'ਤੇ ਇਸ ਦਾ ਬੋਝ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਦਾ ਜਨਤਕ ਤੌਰ 'ਤੇ ਖੁਲਾਸਾ ਕਰੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਇਹ ਯਕੀਨੀ ਬਣਾਏਗੀ ਕਿ ਪੰਜਾਬ ਵਿੱਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੌਰਾਨ ਕਿਸੇ ਵੀ ਅਸਲ ਵੋਟਰ ਦਾ ਨਾਮ ਨਾ ਕੱਟਿਆ ਜਾਵੇ ਅਤੇ ਨਾ ਹੀ ਕਿਸੇ ਨਕਲੀ ਵੋਟਰ ਦਾ ਨਾਮ ਸ਼ਾਮਲ ਕੀਤਾ ਜਾਵੇ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 'ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਨੂੰਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਸਖ਼ਤ ਸਜ਼ਾ ਯਕੀਨੀ ਬਣਾ ਕੇ ਦੁਨੀਆ ਭਰ ਦੀ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ।

*ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੀ ਅਸਲ ਆਰਥਿਕ ਸਥਿਤੀ ਬਾਰੇ ਸਭ ਨੂੰ ਦੱਸਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾ ਦਿੱਤਾ ਹੈ। ਉਨ੍ਹਾਂ ਕਿਹਾ, "ਇਨ੍ਹਾਂ ਪਾਬੰਦੀਆਂ ਦੇ ਨਤੀਜੇ ਪੂਰੇ ਦੇਸ਼ ਨੂੰ ਭੁਗਤਣੇ ਪੈ ਰਹੇ ਹਨ, ਜਦੋਂ ਕਿ ਕੇਂਦਰ ਲੋਕਾਂ ਤੋਂ ਦੇਸ਼ ਦੀ ਆਰਥਿਕਤਾ ਦੇ ਅਸਲ ਹਾਲਾਤ ਲੁਕਾ ਰਹੀ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦਾ ਜਨਤਕ ਤੌਰ 'ਤੇ ਖੁਲਾਸਾ ਕਰਨਾ ਚਾਹੀਦਾ ਹੈ ਤਾਂ ਜੋ ਨਾਗਰਿਕ ਦੇਸ਼ ਦੀ ਅਸਲ ਸਥਿਤੀ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਆਰਥਿਕ ਸਥਿਤੀ ਬਾਰੇ ਸੱਚ ਜਾਣਨ ਦਾ ਹੱਕ ਹੈ। ਕੇਂਦਰ ਨੂੰ ਤੱਥ ਲੁਕਾਉਣ ਦੀ ਬਜਾਏ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਬਾਰੇ ਪੂਰੀ ਜਾਣਕਾਰੀ ਜਨਤਾ ਦੇ ਸਾਹਮਣੇ ਰੱਖਣੀ ਚਾਹੀਦੀ ਹੈ।"

*ਕੇਂਦਰ ਮਹਿੰਗਾਈ ਦੇ ਬੋਝ ਨੂੰ ਜਾਇਜ਼ ਠਹਿਰਾਉਣ ਲਈ ਵਿਸ਼ਵ ਪੱਧਰ 'ਤੇ ਬਣੇ ਹਾਲਾਤ ਨੂੰ ਢਾਲ ਬਣਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕੇਂਦਰ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਵੱਖ-ਵੱਖ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਰਫ ਦਿਖਾਉਣ ਲਈ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ, ਪਰ ਚੋਣਾਂ ਖਤਮ ਹੁੰਦੇ ਸਾਰ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ, ਜੋ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ, "ਖਾੜੀ ਦੇਸ਼ਾਂ ਵਿੱਚ ਜੰਗ ਦੇ ਬਹਾਨੇ ਨਾਲ ਵਾਰ-ਵਾਰ ਬਾਲਣ ਦੀਆਂ ਕੀਮਤਾਂ ਵਿੱਚ ਵਾਧੇ ਰਾਹੀਂ ਲੋਕਾਂ ਨੂੰ ਮਹਿੰਗਾਈ ਦੇ ਬੋਝ ਹੇਠ ਦੱਬਿਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ ਅਤੇ ਵਿਦੇਸ਼ ਨੀਤੀ ਬਾਰੇ ਨਹੀਂ ਦੱਸ ਸਕਦੇ ਤਾਂ ਉਨ੍ਹਾਂ ਨੂੰ ਆਪਣੇ ਦੋਸਤ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਇਸ ਬਾਰੇ ਪੁੱਛਣਾ ਚਾਹੀਦਾ ਹੈ।

*ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦੌਰਾਨ ਨਾਗਰਿਕਾਂ ’ਤੇ ਪਾਬੰਦੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਨਾਗਰਿਕਾਂ ’ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਤਾਂ ਵਿਦੇਸ਼ ਯਾਤਰਾ ਵਿੱਚ ਮਸਰੂਫ਼ ਹਨ ਪਰ ਲੋਕਾਂ ਨੂੰ ਵਿਦੇਸ਼ ਯਾਤਰਾ ਤੋਂ ਬਚਣ ਦੀ ਸਲਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਜੀਬ ਹਾਲਾਤ ਵਿੱਚੋਂ ਲੰਘ ਰਿਹਾ ਹੈ, ਜਿੱਥੇ ‘ਵਰਕ ਫਰਾਮ ਹੋਮ ’ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਪਰ ਅਸਲ ਸੱਚਾਈ ਲੋਕਾਂ ਤੋਂ ਲੁਕਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੇਤਾਵਾਂ ਦੇ ਆਪਹੁਦਰੇਪਣ ਕਾਰਨ ਲੋਕਾਂ ਨੂੰ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਸ ਸਥਿਤੀ ਨੂੰ ਬਹੁਤ ਗ਼ੈਰ-ਵਾਜਿਬ ਕਰਾਰ ਦਿੱਤਾ।

*ਆਪ ਵਲੰਟੀਅਰਾਂ ਨੂੰ ਪੰਜਾਬ ਵਿੱਚ ਐਸ.ਆਈ.ਆਰ. ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (ਐਸ.ਆਈ.ਆਰ.) ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਕਿਰਿਆ 15 ਜੂਨ ਤੋਂ ਸੂਬੇ ਵਿੱਚ ਸ਼ੁਰੂ ਹੋਵੇਗੀ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਵਲੰਟੀਅਰਾਂ ਨੂੰ ਇਸ ਪ੍ਰਕਿਰਿਆ ਦੌਰਾਨ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਨਾ ਤਾਂ ਅਸਲੀ ਵੋਟਰਾਂ ਨੂੰ ਹਟਾਉਣ ਦਿੱਤਾ ਜਾਵੇਗਾ ਅਤੇ ਨਾ ਹੀ ਪੰਜਾਬ ਵਿੱਚ ਜਾਅਲੀ ਵੋਟਰਾਂ ਨੂੰ ਜੋੜਨ ਦੀ ਇਜਾਜ਼ਤ ਦਿੱਤੀ ਜਾਵੇਗੀ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚ ਜਾਅਲੀ ਵੋਟਰਾਂ ਨੂੰ ਜੋੜਦੇ ਸਮੇਂ ਅਸਲੀ ਵੋਟਰਾਂ ਦੇ ਨਾਮ ਹਟਾਉਣ ਦੀ ਆਦਤ ਬਣ ਗਈ ਹੈ, ਪਰ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਤੰਤਰ ਦਾ ਮੂੰਹ ਬੰਦ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਢੁਕਵਾਂ ਜਵਾਬ ਦਿੱਤਾ ਜਾਵੇਗਾ।

*ਭਾਜਪਾ ਕੋਲ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਸੱਤ ਰਾਜ ਸਭਾ ਮੈਂਬਰ ਹੋਣਾ ਲੋਕਤੰਤਰ ਦਾ ਸਿੱਧਾ ਕਤਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੇ ਰਾਸ਼ਟਰਪਤੀ ਨੂੰ ਮਿਲ ਕੇ ਇਨ੍ਹਾਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ, ਪਰ ਇਸ ਦੇ ਬਾਵਜੂਦ ਸੂਬੇ ਤੋਂ ਪਾਰਟੀ ਦੇ ਸੱਤ ਰਾਜ ਸਭਾ ਮੈਂਬਰ ਹੋਣਾ ਸਿੱਧਾ-ਸਿੱਧਾ ਲੋਕਤੰਤਰ ਦਾ ਕਤਲ ਹੈ।

*ਆਪ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਦੀ ਰਾਖੀ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਗਏ ਕਾਨੂੰਨ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਇੰਨਾ ਸਖ਼ਤ ਕਾਨੂੰਨ ਲਾਗੂ ਕੀਤਾ ਹੈ ਕਿ ਹੁਣ ਕੋਈ ਵੀ ਬੇਅਦਬੀ ਕਰਨ ਬਾਰੇ ਸੋਚਣ ਦੀ ਹਿੰਮਤ ਵੀ ਨਹੀਂ ਕਰ ਸਕੇਗਾ। ਉਨ੍ਹਾਂ ਅੱਗੇ ਕਿਹਾ, “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਲਾਗੂ ਹੋਣ ਨਾਲ, ਦੁਨੀਆ ਭਰ ਦੇ ਸਿੱਖਾਂ ਦੀ ਚਿਰੋਕਣੀ ਮੰਗ ਆਖਰਕਾਰ ਪੂਰੀ ਹੋ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੀ ਸੰਗਤ ਨੇ ਇਸ ਕਾਨੂੰਨ ਦਾ ਦਿਲੋਂ ਸਵਾਗਤ ਕੀਤਾ ਹੈ, ਜਿਸ ਦਾ ਉਦੇਸ਼ ਬੇਅਦਬੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਸਜ਼ਾ ਦੇਣਾ ਹੈ। ਉਨ੍ਹਾਂ ਕਿਹਾ, “ਪਵਿੱਤਰ ਗੁਰਬਾਣੀ ਸਰਬੱਤ ਦੇ ਭਲੇ ਲਈ ਹੈ ਅਤੇ ਇਸ ਦੀ ਪਵਿੱਤਰਤਾ, ਮਾਣ ਅਤੇ ਸਤਿਕਾਰ ਨੂੰ ਬਣਾਈ ਰੱਖਣਾ ਸਾਡਾ ਸਮੂਹਿਕ ਫ਼ਰਜ਼ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਨੂੰ ਇਸ ਦੀ ਅਸਲ ਭਾਵਨਾ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਿੰਡ ਸਤੌਜ ਤੋਂ ਇਸ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਵਿਚ ਬਿਜਲੀ ਦੀਆਂ ਤਾਰਾਂ ਨੂੰ ਅੰਡਰ ਗਰਾਊਂਡ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਪਿੰਡ ਸਤੌਜ ਤੋਂ ਕਰ ਦਿੱਤੀ ਹੈ। ਇਸ ਮੌਕੇ ਸੀਐਮ ਨੇ ਕਿਹਾ ਕਿ ਅੱਜ ਦਾ ਦਿਨ ‘ਸੁਨਹਿਰੇ ਅੱਖਰਾਂ’ ਵਿਚ ਲਿਖਿਆ ਜਾਵੇਗਾ, ਕਿਉਂਕਿ ਅਜਿਹੇ ਪ੍ਰੋਜੈਕਟ ਬਾਰੇ ਪਹਿਲਾਂ ਕਿਸੇ ਵੀ ਸੂਬੇ ਨੇ ਨਹੀਂ ਸੋਚਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸ਼ੁਰੂਆਤ ਉਹੀ ਲੋਕ ਕਰ ਸਕਦੇ ਹਨ, ਜਿਨ੍ਹਾਂ ਨੇ ਖੁਦ ਸਮੱਸਿਆਵਾਂ ਝੱਲੀਆਂ ਹੋਣ। ਸੀਐਮ ਮਾਨ ਨੇ ਕਿਹਾ ਕਿ ਹੁਣ ਪੰਜਾਬ ਵਿਚ ਕਿਤੇ ਵੀ ਬਿਜਲੀ ਦੇ ਖੰਭੇ ਨਜ਼ਰ ਨਹੀਂ ਆਉਣਗੇ ਅਤੇ ਬਿਜਲੀ ਦੀਆਂ ਤਾਰਾਂ ਅੰਡਰ ਗਰਾਊਂਡ ਹੋ ਜਾਣੀਆਂ ਹਨ।  ਇਸ ਮੌਕੇ ਉਨ੍ਹਾਂ ਦੇਸ਼  ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਜੰਮ ਕੇ ਸਿਆਸੀ ਹਮਲਾ ਬੋਲਿਆ। ਸੀਐਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਲੋਕਾਂ ਨੂੰ ਕਹਿੰਦੇ ਹਨ ਕਿ ਵਿਦੇਸ਼ ਯਾਤਰਾ ਨਾ ਕਰੋ ਅਤੇ ਹੁਣ ਉਹ ਖੁਦ ਹੀ ਵਿਦੇਸ਼ ਯਾਤਰਾ ’ਤੇ ਗਏ ਹੋਏ ਹਨ। ਉਧਰ ਦੂਜੇ ਪਾਸੇ ਬਿਜਲੀ ਦੀਆਂ ਤਾਰਾਂ ਦੇ ਅੰਡਰ ਗਰਾਊਂਡ ਪ੍ਰੋਜੈਕਟ ’ਤੇ ਸਿਆਸਤ ਵੀ ਹੋਣ ਲੱਗ ਪਈ ਹੈ। ਇਸੇ ਦੌਰਾਨ ਪੰਜਾਬ  ਭਾਜਪਾ  ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੇ ਇਸ ਪ੍ਰੋਜੈਕਟ ਨੂੰ ਫਰੌਡ ਦੱਸਿਆ ਹੈ।  

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ ਤੁਲਨਾਤਮਕ ਅਧਿਐਨ ਵਿੱਚ ਭਾਰਤ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਬਿਹਤਰ ਸਾਬਤ ਹੋਈ

ਚੰਡੀਗੜ੍ਹ, 18 ਮਈ: 
ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ (ਰੋਬਸਟਨੈਸ ਆਫ਼ ਵੋਟ ਕਾਊਂਟਿੰਗ ਪ੍ਰੋਸੈਸ) ਸਬੰਧੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣੇ ਦੇ ਚੋਣ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਵਰਕਸ਼ਾਪ ਦੇ ਉਦਘਾਟਨ ਮੌਕੇ ਬੋਲਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਦੇ ਦਫ਼ਤਰ ਮੁੱਖ ਚੋਣ ਅਫ਼ਸਰ ਨੂੰ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਅਧਿਐਨ ਕਰਨ ਲਈ ਜ਼ਿੰਮੇਵਾਰੀ ਸੌਂਪੀ ਸੀ ਜਿਸ ਨੂੰ ਅਸੀਂ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਧਿਐਨ ਦੌਰਾਨ ਅਸੀਂ ਦੁਨੀਆਂ ਦੇ 48 ਲੋਕਤੰਤਰਿਕ ਦੇਸ਼ਾਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦਾ ਅਧਿਐਨ ਕੀਤਾ ਅਤੇ ਪਾਇਆ ਕਿ ਭਾਰਤ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਲਾਗੂ ਪ੍ਰਣਾਲੀ ਬਹੁਤ ਬਿਹਤਰੀਨ ਢੰਗ ਨਾਲ ਕੰਮ ਕਰ ਰਹੀ ਹੈ।

ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਅਧਿਐਨ ਟੀਮ ਦੇ ਮੈਂਬਰ ਡਾ. ਅਭਿਨੰਦਨ ਬਸੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਪੈਦਾ ਹੋਣ ਵਾਲੇ ਮਸਲਿਆਂ ਨੂੰ ਆਧਾਰ ਬਣਾ ਕੇ ਇਹ ਅਧਿਐਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੂਰੀ ਦੁਨੀਆਂ ਵਿੱਚ ਚੋਣਾਂ ਸਬੰਧੀ ਲੋਕ-ਭਾਵਨਾਵਾਂ ਹਨ ਉਨ੍ਹਾਂ ਨੂੰ ਖ਼ਿਆਲ ਵਿੱਚ ਰੱਖਿਆ ਗਿਆ ਅਤੇ ਦੇਖਿਆ ਗਿਆ ਕਿ ਵੋਟਾਂ ਦੀ ਗਿਣਤੀ ਕਿਵੇਂ ਹੋਵੇਗੀ ਤੋਂ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਭਰੋਸੇਯੋਗ ਕਿਵੇਂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਗਿਣਤੀ ਤੋਂ ਪਹਿਲਾਂ ਈ.ਵੀ.ਐਮ. ਦੀ ਸੀਲਿੰਗ, ਟਰਾਂਸਪੋਰਟ ਅਤੇ ਸਟੋਰੇਜ ਤੋਂ ਲੈ ਕੇ ਨਤੀਜਿਆਂ ਦੇ ਐਲਾਨ ਤੱਕ ਦੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਜਿੰਨਾ ਬਿਹਤਰ ਤਰੀਕੇ ਨਾਲ ਲਾਗੂ ਕਰਾਂਗੇ ਓਨਾ ਜ਼ਿਆਦਾ ਚੋਣ ਪ੍ਰਕਿਰਿਆ ਬਿਹਤਰ ਢੰਗ ਨਾਲ ਨੇਪਰੇ ਚੜ੍ਹੇਗੀ।

ਇਸ ਮੌਕੇ ਉਨ੍ਹਾਂ ਈ.ਵੀ.ਐਮ., ਬੈਲਟ ਪੇਪਰ ਅਤੇ ਹਾਈਬ੍ਰਿਡ ਵਿਧੀ ਰਾਹੀਂ ਚੋਣ ਪ੍ਰਕਿਰਿਆ ਕਰਨ ਵਾਲੇ ਦੇਸ਼ਾਂ ਦੀ ਅਧਿਐਨ ਰਿਪੋਰਟ ਵੀ ਪੇਸ਼ ਕੀਤੀ ਅਤੇ ਦੱਸਿਆ ਕਿ ਕਿਵੇਂ ਈ.ਵੀ.ਐਮ. ਰਾਹੀਂ ਸਭ ਤੋਂ ਬਿਹਤਰ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕਦਾ ਹੈ।

ਇਸ ਮੌਕੇ ਅਭਿਜੀਤ ਕਪਲਿਸ਼, ਆਈ.ਏ.ਐਸ. ਨੇ ਵੋਟਾਂ ਦੀ ਗਿਣਤੀ ਸਬੰਧੀ ਦੱਖਣੀ ਅਫਰੀਕਾ ਅਤੇ ਭਾਰਤ ਦੀ ਪ੍ਰਕਿਰਿਆ ਦਾ ਤੁਲਨਾਤਮਕ ਅਧਿਐਨ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਕਿਵੇਂ ਭਾਰਤੀ ਲੋਕ ਪ੍ਰਤੀਨਿਧੀ ਐਕਟ ਸਾਨੂੰ ਆਪਣੇ ਪ੍ਰਤੀਨਿਧੀ ਚੁਣਨ ਲਈ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਸ ਸਮੇਂ ਦੁਨੀਆਂ ਵਿੱਚ ਚੋਣ ਪ੍ਰਕਿਰਿਆ ਦੌਰਾਨ ਤਕਨਾਲੋਜੀ ਦੀ ਵਰਤੋਂ ਕਰਨ ਵਿੱਚ ਮੋਹਰੀ ਦੇਸ਼ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਭਾਰਤ ਵਿੱਚ ਚੋਣ ਪ੍ਰਕਿਰਿਆ ਨੂੰ ਬਹੁਤ ਜ਼ਿਆਦਾ ਪਾਰਦਰਸ਼ਤਾ ਅਤੇ ਰਫ਼ਤਾਰ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।

ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਦੀ ਅਖੰਡਤਾ ਅਤੇ ਚੋਣ ਨਤੀਜਿਆਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਾਨੂੰ ਹੋਰ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਭਾਰਤੀ ਚੋਣ ਪ੍ਰਕਿਰਿਆ ਵਿੱਚ ਲੋਕਾਂ ਦੀ ਆਸਥਾ ਨੂੰ ਹੋਰ ਮਜ਼ਬੂਤ ਕਰ ਸਕੀਏ।

ਕਿਹਾ : ਬੰਗਾਲ ਜਿੱਤਿਆ, ਹੁਣ ਪੰਜਾਬ ਵੀ ਜਿਤਾਂਗੇ
ਅੰਮਿ੍ਰਤਸਰ/ਬਿਊਰੋ ਨਿਊਜ਼
ਅਗਲੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਸੂਬੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਨੇ ਇਸ ਸਰਹੱਦੀ ਸੂਬੇ ਵਿੱਚ ਪੂਰੀ ਤਾਕਤ ਝੋਕਣ ਦਾ ਫੈਸਲਾ ਕੀਤਾ ਹੈ। ਇਸੇ ਰਣਨੀਤੀ ਤਹਿਤ ਪਾਰਟੀ ਦੇ ਕੌਮੀਂ ਜਨਰਲ ਸਕੱਤਰ ਤਰੁਣ ਚੁੱਘ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਸੰਦੇਸ਼ ਲੈ ਕੇ ਪੰਜਾਬ ਭੇਜਿਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਦਾ ਇਹ ਸੰਦੇਸ਼ ਹੈ : ‘ਬੰਗਾਲ ਜਿੱਤਿਆ, ਹੁਣ ਪੰਜਾਬ ਜਿੱਤਾਂਗੇ।’ ਅੱਜ ਸਵੇਰੇ ਅੰਮਿ੍ਰਤਸਰ ਵਿੱਚ ਤਰੁਣ ਚੁੱਘ ਨੇ ਸੈਂਕੜੇ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਨਾਲ ਇੱਕ ਨੁੱਕੜ ਮੀਟਿੰਗ ਕੀਤੀ। ਭਾਜਪਾ ਦੇ ਕੌਮੀਂ ਹੈੱਡਕੁਆਰਟਰ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿੱਚ ਅੰਮਿ੍ਰਤਸਰ ਦੇ ਜੰਮਪਲ ਤਰੁਣ ਚੁੱਘ ਖੁਦ ਚਾਹ ਤਿਆਰ ਕਰਦੇ ਅਤੇ ਵਰਕਰਾਂ ਨੂੰ ਪਿਲਾਉਂਦੇ ਨਜ਼ਰ ਆ ਰਹੇ ਹਨ। ਚੁੱਘ ਨੇ ਕਿਹਾ, ਅਸੀਂ ਅੱਜ ‘ਚਾਹ ਪੇ ਚਰਚਾ’ ਰਾਹੀਂ ਜਨਤਾ ਤੱਕ ਪੀਐਮ ਮੋਦੀ ਦਾ ਇਹ ਵੱਡਾ ਸੰਦੇਸ਼ ਪਹੁੰਚਾਇਆ ਹੈ।’’

ਪਾਵਰਕੌਮ ਦੇ ਚੇਅਰਮੈਨ ਸਣੇ ਡਾਇਰੈਕਟਰ ਵੀ 20 ਮਈ ਨੂੰ ਈ.ਡੀ. ਅੱਗੇ ਤਲਬ
ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਸੋਮਵਾਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਗੁਰੂਗ੍ਰਾਮ ਦੀ ਇੱਕ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਮਾਮਲੇ ਦੀ ਸੁਣਵਾਈ ਮਗਰੋਂ ਅਦਾਲਤ ਨੇ ਪਹਿਲੀ ਜੂਨ ਤੱਕ ਸੰਜੀਵ ਅਰੋੜਾ ਨੂੰ ਜੇਲ੍ਹ ਭੇਜ ਦਿੱਤਾ ਹੈ। ਕਰੀਬ ਨੌ ਦਿਨ ਅਰੋੜਾ ਈਡੀ ਦੀ ਹਿਰਾਸਤ ’ਚ ਰਹੇ ਅਤੇ ਇਸੇ ਦੌਰਾਨ ਈ ਡੀ ਨੇ ਜਾਂਚ ’ਚ ਸਹਿਯੋਗ ਨਾ ਕਰਨ ਦੇ ਇਲਜ਼ਾਮ ਵੀ ਸੰਜੀਵ ਅਰੋੜਾ ’ਤੇ ਲਗਾਏ। ਜ਼ਿਕਰਯੋਗ ਹੈ ਕਿ ਈ.ਡੀ ਵੱਲੋਂ ਸੰਜੀਵ ਅਰੋੜਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ ਲੰਘੀ 9 ਮਈ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਕੈਬਨਿਟ ਮੰਤਰੀ ਅਰੋੜਾ ਦੀ ਕੰਪਨੀ ਨੂੰ ਪਾਵਰਕੌਮ ਵੱਲੋਂ ਬੈਂਕ ਗਰੰਟੀ ਦੇ ਮਾਮਲੇ ’ਚ ਦਿੱਤੀ ਢਿੱਲ ਦੀ ਘੋਖ ਵੀ ਈਡੀ ਕਰ ਰਹੀ ਹੈ ਅਤੇ ਇਸ ਸਬੰਧ ’ਚ ਪਾਵਰਕੌਮ ਦੇ ਚੇਅਰਮੈਨ ਬਸੰਤ ਗਰਗ ਅਤੇ ਡਾਇਰੈਕਟਰ ਹਰਸ਼ਰਨ ਕੌਰ ਤ੍ਰੇਹਨ ਨੂੰ 20 ਮਈ ਲਈ ਈਡੀ ਨੇ ਤਲਬ ਕੀਤਾ ਹੈ।


ਈ.ਡੀ. ਵੱਲੋਂ ‘ਆਪ’ ਆਗੂ ਦੀਪਕ ਸਿੰਗਲਾ ਵੀ ਗਿ੍ਰਫਤਾਰ
ਦਿੱਲੀ ਅਤੇ ਗੋਆ ’ਚ ਛਾਪੇਮਾਰੀ ਤੋਂ ਬਾਅਦ ਹੋਈ ਕਾਰਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ ਦੇ ਇਕ ਹੋਰ ਆਗੂ ਦੀਪਕ ਸਿੰਗਲਾ ਨੂੰ ਵੀ ਮਨੀ ਲਾਂਡਰਿੰਗ ਦੇ ਇੱਕ ਕਥਿਤ ਮਾਮਲੇ ਵਿੱਚ ਗਿ੍ਰਫ਼ਤਾਰ ਕਰ ਲਿਆ ਹੈ। ਇਹ ਗਿ੍ਰਫਤਾਰੀ ਦਿੱਲੀ ਅਤੇ ਗੋਆ ਵਿੱਚ ਕੀਤੀ ਗਈ ਤਾਜ਼ਾ ਛਾਪੇਮਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੀਪਕ ਸਿੰਗਲਾ ਦਿੱਲੀ ਦੀ ਵਿਸ਼ਵਾਸ ਨਗਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਸਾਲ 2024 ਵਿੱਚ ਵੀ ਇੱਕ ਜਾਂਚ ਦੇ ਸਿਲਸਿਲੇ ਵਿੱਚ ਈ.ਡੀ. ਵੱਲੋਂ ਉਨ੍ਹਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਦਾ ਇਹ ਮਾਮਲਾ ਇੱਕ ਬੈਂਕ ਫਰਾਡ ਨਾਲ ਜੁੜਿਆ ਹੋਇਆ ਹੈ। ਛਾਪੇਮਾਰੀ ਦੌਰਾਨ ਕਥਿਤ ਤੌਰ ’ਤੇ ਕੁਝ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਹੋਣ ਤੋਂ ਬਾਅਦ ਈ.ਡੀ. ਨੇ ਸਿੰਗਲਾ ਨੂੰ ਹਿਰਾਸਤ ਵਿੱਚ ਲੈ ਲਿਆ।

ਅੰਮਿ੍ਰਤਸਰ/ਬਿਊਰੋ ਨਿਊਜ਼
ਜਲੰਧਰ ’ਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਸਲੇ ਲਗਾਤਾਰ ਵਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਚ ਸੋਧ ਨੂੰ ਲੈ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦਾ ਪ੍ਰਚਾਰ ਤਾਂ ਕਰ ਰਹੀ ਹੈ, ਪਰ ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਵਿਚ ਫੇਲ੍ਹ ਸਾਬਤ ਹੋ ਰਹੀ ਹੈ।

ਸੀਐਮ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਵਿਦੇਸ਼ ਦੌਰਿਆਂ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਪਰਿਵਾਰ ਸਣੇ ਬਿਹਾਰ ’ਚ ਸਥਿਤ ਤਖਤ ਸ੍ਰੀ ਪਟਨਾ ਸਾਹਿਬ ਪਹੁੰਚੇ ਅਤੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਅਸਥਾਨ ਸਿੱਖਾਂ ਦੇ ਪੰਜ ਤਖਤਾਂ ਵਿਚੋਂ ਇਕ ਹੈ ਅਤੇ ਜ਼ੁਲਮ ਖਿਲਾਫ ਲੜਾਈ ਦੀ ਸ਼ੁਰੂਆਤ ਵੀ ਇੱਥੋਂ ਹੀ ਹੋਈ ਸੀ। ਉਨ੍ਹਾਂ ਕਿਹਾ ਕਿ ਅੱਜ ਅਸੀਂ ਤਖਤ ਸ੍ਰੀ ਪਟਨਾ ਸਾਹਿਬ ਪਹੰੁਚ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਅਤੇ ਦੇਸ਼ ਵਿਚ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣ ਦੀ ਅਰਦਾਸ ਕੀਤੀ। ਇਸ ਮੌਕੇ ਸੀਐਮ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼  ਦੌਰਿਆਂ ਨੂੰ ਲੈ ਕੇ  ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ  ਵਿਦੇਸ਼ਾਂ ਦੀ ਯਾਤਰਾ ’ਤੇ ਨਾ ਜਾਣ ਦੀ ਸਲਾਹ ਦਿੱਤੀ ਸੀ ਅਤੇ ਉਹ ਆਪ ਹੀ ਵਿਦੇਸ਼ ਯਾਤਰਾ ’ਤੇ ਗਏ ਹੋਏ ਹਨ। ਮਾਨ ਨੇ ਕਿਹਾ ਕਿ ਪੀਐਮ ਮੋਦੀ ਆਪਣੇ ਦੋਸਤ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਕੋਲੋਂ ਪੁੱਛ ਕੇ ਦੇਸ਼ ਦੀ ਜਨਤਾ ਨੂੰ ਦੱਸਣ ਕਿ ਸਾਡੇ ਦੇਸ਼ ਭਾਰਤ ਦੀ ਆਰਥਿਕ ਸਥਿਤੀ ਅਤੇ ਵਿਦੇਸ਼ ਨੀਤੀ ਕੀ ਹੈ।   

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.