Friday, 12 June 2026

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਿੱਤਾ ਸਪੱਸ਼ਟੀਕਰਨ
ਅੰਮਿ੍ਰਤਸਰ/ਬਿਊਰੋ ਨਿਊਜ਼    
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ 8 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਪਹੁੰਚੇ, ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਸਪੱਸ਼ਟੀਕਰਨ ਵੀ ਦਿੱਤਾ। ਬੇਅਦਬੀ ਦੇ ਖਿਲਾਫ ਭਗਵੰਤ ਮਾਨ ਸਰਕਾਰ ਵਲੋਂ ਬਣਾਏ ਗਏ ਕਾਨੂੰਨ ਨੂੰ ਲੈ ਕੇ ਜਥੇਦਾਰ ਨੇ ਉਨ੍ਹਾਂ ਨੂੰ ਤਲਬ ਕੀਤਾ ਸੀ। ਜਥੇਦਾਰ ਦੇ ਸਾਹਮਣੇ ਆਪਣਾ ਪੱਖ ਰੱਖਣ ਤੋਂ ਬਾਅਦ ਸਪੀਕਰ ਸੰਧਵਾਂ ਨੇ ਮੀਡੀਆ ਨੂੰ ਵੀ ਸੰਬੋਧਨ ਕੀਤਾ। ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਭਰੋਸਾ ਦਿੱਤਾ ਹੈ ਕਿ ਅੱਗੇ ਜੋ ਵੀ ਕਾਰਜ ਕੀਤਾ ਜਾਵੇਗਾ, ਉਹ ਗੁਰੂ ਪੰਥ ਦੀ ਚੜ੍ਹਦੀ ਕਲਾ, ਸਿੱਖ ਭਾਵਨਾਵਾਂ ਅਤੇ ਸਮਾਜ ਦੀ ਭਲਾਈ ਨੂੰ ਧਿਆਨ ਵਿਚ ਰੱਖ ਕੇ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਵੀ ਗੂੁਰੂ ਪੰਥ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਹੀ ਲਿਆ ਗਿਆ ਹੈ। ਸੰਧਵਾਂ ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ। ਉਹਨਾਂ ਕਿਹਾ ਕਿ ਅਸੀਂ ਜੋ ਵੀ ਕੰਮ ਕੀਤਾ ਜਾਂ ਕਰਾਂਗੇ ਉਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਹੋਵੇਗਾ। ਉਨ੍ਹਾਂ ਕਿਹਾ ਕਿ  ਬੇਅਦਬੀ ਖਿਲਾਫ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਕਾਇਦਾ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ ਅਤੇ ਸੁਝਾਅ ਮੰਗੇ ਗਏ ਸਨ।


ਜਥੇਦਾਰ ਗੜਗੱਜ ਨੇ ਬੇਅਦਬੀ ਕਾਨੂੰਨ ਲੈ ਕੇ ਦਿੱਤਾ 15 ਦਿਨ ਦਾ ਅਲਟੀਮੇਟਮ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕੀਤਾ ਸੀ। ਇਸ ਦੌਰਾਨ ਜਥੇਦਾਰ ਗੜਗੱਜ ਨੇ ਬੇਅਦਬੀਆਂ ਬਾਰੇ ਕਾਨੂੰਨ ਦੀਆਂ ਕੁਝ ਮੱਦਾਂ ’ਤੇ ਸਵਾਲ ਕੀਤੇ ਹਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਉਨ੍ਹਾਂ ਮੱਦਾਂ ਨੂੰ ਵਾਪਸ ਲੈਣ ਜਾਂ ਕਾਨੂੰਨ ਵਿਚ ਸੋਧ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ 15 ਦਿਨਾਂ ਵਿਚ ਨਹੀਂ ਕੀਤਾ ਗਿਆ ਤਾਂ ਸ੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ। ਇਸਦੇ ਨਾਲ ਹੀ ਜਥੇਦਾਰ ਗੜਗੱਜ ਨੇ ਆਖਿਆ ਕਿ ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਵਿਧਾਨ ਸਭਾ ਦੇ ਸਪੀਕਰ ਨੂੰ ਲਿਖਤੀ ਹੁਕਮ ਜਾਰੀ ਕੀਤੇ ਜਾਣਗੇ। ਜਥੇਦਾਰ ਗੜਗੱਜ ਨੇ ਕਿਹਾ ਕਿ ਹੋਰ ਵੀ ਕਈ ਮੁੱਦਿਆਂ ਬਾਰੇ ਉਨ੍ਹਾਂ ਨੇ ਸਪੀਕਰ ਸੰਧਵਾਂ ਨੂੰੂ ਸਵਾਲ ਕੀਤੇ, ਜਿਨ੍ਹਾਂ ਦੇ ਜਵਾਬ ਵਿਚ ਸੰਧਵਾਂ ਦਾ ਕਹਿਣਾ ਸੀ ਕਿ ਉਹ ਪੂਰੇ ਮਾਮਲੇ ਨੂੰ ਸਰਕਾਰ ਦੇ ਧਿਆਨ ਵਿਚ ਲਿਆ ਦੇਣਗੇ।

ਭਾਰਤ ਦੀ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ, ਡਿਜ਼ਿਟਲ ਢਾਂਚਾ ਅਤੇ ਬਦਲ ਰਹੀਆਂ ਗਲੋਬਲ ਸਪਲਾਈ ਚੇਨਾਂ ਕਾਰਨ ਹੁਣ ਭਾਰਤੀ ਕੰਪਨੀਆਂ ਲਈ ਅੰਤਰਰਾਸ਼ਟਰੀ ਮਾਰਕੀਟਾਂ ਵਿੱਚ ਵਿਸਥਾਰ ਕਰਨਾ ਜ਼ਰੂਰੀ ਹੋ ਗਿਆ ਹੈ : ਸੁਰੇਨ ਉੱਪਲ

ਚੰਡੀਗੜ੍ਹ: SUO Global ਅਤੇ ਪੰਜਾਬ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ (PCCI) ਨੇ ਇੱਕ ਸਮਝੌਤਾ ਪੱਤਰ (ਐਮਓਯੂ) ’ਤੇ ਹਸਤਾਖਰ ਕੀਤੇ ਹਨ, ਜਿਸ ਦੇ ਤਹਿਤ ਦੋਵੇਂ ਸੰਸਥਾਵਾਂ ਮਿਲ ਕੇ ਭਾਰਤੀ ਕਾਰੋਬਾਰਾਂ ਨੂੰ ਗਲੋਬਲ ਮਾਰਕੀਟਾਂ ਤੱਕ ਪਹੁੰਚ ਅਤੇ ਉੱਥੇ ਮੁਕਾਬਲਾ ਕਰਨ ਲਈ ਅਸਲ ਮੌਕੇ ਪ੍ਰਦਾਨ ਕਰਨ ਵਾਸਤੇ ਕੰਮ ਕਰਨਗੀਆਂ। ਇਸ ਐਮਓਯੂ ’ਤੇ PCCI ਦੇ ਮਹਾਸਚਿਵ ਦਲੀਪ ਸ਼ਰਮਾ ਅਤੇ SUO Global ਦੇ ਸੰਸਥਾਪਕ ਅਤੇ ਸੀਈਓ ਸੁਰੇਨ ਕੁਮਾਰ ਉੱਪਲ ਨੇ ਦਸਤਖ਼ਤ ਕੀਤੇ।

ਉਲੇਖਣਯੋਗ ਹੈ ਕਿ ਜਿੱਥੇ PCCI ਪੰਜਾਬ ਵਿੱਚ ਆਪਣੇ ਮਜ਼ਬੂਤ ਬਹੁ-ਖੇਤਰੀ ਮੈਂਬਰ ਨੈੱਟਵਰਕ ਅਤੇ ਡੂੰਘੇ ਸੰਸਥਾਗਤ ਸਬੰਧਾਂ ਲਈ ਜਾਣਿਆ ਜਾਂਦਾ ਹੈ, ਉੱਥੇ SUO Global ਅੰਤਰਰਾਸ਼ਟਰੀ ਮਾਰਕੀਟ ਵਿੱਚ ਦਾਖਲਾ, ਬੌਧਿਕ ਸੰਪਦਾ (IP) ਵਿਕਾਸ, ਨਿਯਮਕ ਪਾਲਣਾ ਅਤੇ ਗਲੋਬਲ ਕਾਰੋਬਾਰੀ ਵਿਸਥਾਰ ਵਿੱਚ ਮਹਿਰ ਹੈ।

ਇਸ ਭਾਈਚਾਰੇ ਦੇ ਤਹਿਤ ਦੋਵੇਂ ਸੰਸਥਾਵਾਂ ਸਾਂਝੇ ਪ੍ਰੋਗਰਾਮ, ਨਿਵੇਸ਼ਕ ਕਾਨਫਰੰਸਾਂ, ਵਰਕਸ਼ਾਪਾਂ ਅਤੇ ਪਿਚ ਸੈਸ਼ਨ ਆਯੋਜਿਤ ਕਰਨਗੀਆਂ, ਤਾਂ ਜੋ ਗਲੋਬਲ ਪੱਧਰ ’ਤੇ ਵਿਸਥਾਰ ਕਰਨ ਦੀ ਇੱਛਾ ਰੱਖਣ ਵਾਲੇ ਭਾਰਤੀ ਉਦਯਮਾਂ ਦੇ ਸੁਪਨਿਆਂ ਨੂੰ ਅਸਲੀ ਮੌਕਿਆਂ ਵਿੱਚ ਬਦਲਿਆ ਜਾ ਸਕੇ।

ਇਸ ਮੌਕੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਆਯੋਜਿਤ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰਦੇ ਹੋਏ ਸੁਰੇਨ ਕੁਮਾਰ ਉੱਪਲ ਨੇ ਦੱਸਿਆ ਕਿ ਇਸ ਪਹਿਲ ਦਾ ਉਦੇਸ਼ ਭਾਰਤੀ ਕਾਰੋਬਾਰਾਂ, ਸਟਾਰਟਅੱਪਸ ਅਤੇ ਐਮਐਸਐਮਈਜ਼ ਨੂੰ ਗਲੋਬਲ ਪੱਧਰ ’ਤੇ ਵਿਸਥਾਰ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ SUO Global Unip LDA, ਪੁਰਤਗਾਲ ਨੇ ਚੰਡੀਗੜ੍ਹ ਵਿੱਚ “Globalisation Funnel” ਦੀ ਸ਼ੁਰੂਆਤ ਕੀਤੀ ਹੈ।

ਇਸ ਦੌਰਾਨ ਕੇ.ਆਰ. ਆਰਿਆ (ਸੇਵਾਮੁਕਤ ਆਈਏਐਸ), ਸਾਬਕਾ ਮਹਾਨਿਰਦੇਸ਼ਕ, ਸੂਖਮ, ਲਘੂ ਅਤੇ ਮੱਧਮ ਉਦਯੋਗ ਮੰਤਰਾਲਾ (MSME), ਭਾਰਤ ਸਰਕਾਰ ਅਤੇ ਮੈਂਬਰ, ਉੱਤਰਾਖੰਡ ਰਾਜ ਲੋਕ ਸੇਵਾ ਆਯੋਗ, ਨਾਲ ਹੀ ਰੁਕੁਮ ਸਤਿਆਰਥ ਅਤੇ ਕਰਮਵੀਰ ਦੀਵਾਨ ਵੀ ਮੌਜੂਦ ਰਹੇ।

ਸੁਰੇਨ ਉੱਪਲ ਨੇ ਕਿਹਾ ਕਿ ਭਾਰਤ ਦੀ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ, ਮਜ਼ਬੂਤ ਡਿਜ਼ਿਟਲ ਢਾਂਚਾ ਅਤੇ ਬਦਲ ਰਹੀਆਂ ਗਲੋਬਲ ਸਪਲਾਈ ਚੇਨਾਂ ਕਾਰਨ ਹੁਣ ਭਾਰਤੀ ਕੰਪਨੀਆਂ ਲਈ ਅੰਤਰਰਾਸ਼ਟਰੀ ਮਾਰਕੀਟਾਂ ਵਿੱਚ ਵਿਸਥਾਰ ਕਰਨਾ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਐਮਐਸਐਮਈ ਅਤੇ ਸਟਾਰਟਅੱਪ ਖੇਤਰ ਵੀ ਵੱਡੀਆਂ ਗਲੋਬਲ ਮਾਰਕੀਟਾਂ ਤੱਕ ਪਹੁੰਚ ਬਣਾਉਣਾ ਚਾਹੁੰਦੇ ਹਨ।

ਯੂਰਪ ਨੂੰ ਸਭ ਤੋਂ ਉਚਿਤ ਵਿਕਲਪ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉੱਥੇ 27 ਦੇਸ਼ਾਂ ਵਾਲਾ ਯੂਰਪੀ ਸੰਘ ਇੱਕ ਵੱਡਾ ਅਤੇ ਸਥਿਰ ਮਾਰਕੀਟ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਯੂਰਪ ਐਫਟੀਏ ਵਪਾਰ ਨੂੰ ਹੋਰ ਆਸਾਨ ਬਣਾ ਰਿਹਾ ਹੈ ਅਤੇ ਯੂਰਪ ਵਿੱਚ ਸਟਾਰਟਅੱਪਸ, ਨਿਵੇਸ਼, ਟੈਕਸ ਲਾਭ ਅਤੇ ਕਾਰੋਬਾਰੀ ਵਿਸਥਾਰ ਲਈ ਕਈ ਮੌਕੇ ਉਪਲਬਧ ਹਨ।

ਕਾਰਜਕ੍ਰਮ ਦਾ ਮੁੱਖ ਆਕਰਸ਼ਣ “Globalisation Funnel” ਦੀ ਪ੍ਰਸਤੁਤੀ ਰਹੀ, ਜਿਸ ਰਾਹੀਂ SUO Global ਭਾਰਤੀ ਉਦਯਮੀਆਂ ਨੂੰ ਯੂਰਪ ਵਿੱਚ ਕਾਰੋਬਾਰ ਸਥਾਪਿਤ ਕਰਨ ਅਤੇ ਉਸ ਦਾ ਵਿਸਥਾਰ ਕਰਨ ਲਈ ਮਾਰਗਦਰਸ਼ਨ ਪ੍ਰਦਾਨ ਕਰੇਗਾ।

ਸੰਪਰਕ:

ਸੁਰੇਨ ਕੁਮਾਰ ਉੱਪਲ: 9868700009

ਕਰਮਵੀਰ ਦੀਵਾਨ: 8283800075

ਰੁਕੁਮ ਸਤਿਆਰਥ: 9990912976

ਚੰਡੀਗੜ੍ਹ/ਫ਼ਰੀਦਕੋਟ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਸ੍ਰੀ ਗੋਇਲ ਨੇ ਦੱਸਿਆ ਕਿ ਇਹ ਨਹਿਰ ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਨੇੜੇ ਤੋਂ ਲੰਘਦੀ ਹੈ ਅਤੇ ਲਗਭਗ 60 ਸਾਲ ਪੁਰਾਣੀ ਹੋਣ ਕਾਰਨ ਇਸ ਦੀ ਲਾਈਨਿੰਗ ਕਾਫ਼ੀ ਖਸਤਾਹਾਲ ਹੋ ਚੁੱਕੀ ਸੀ। ਪਿਛਲੇ ਸਮੇਂ ਦੌਰਾਨ ਰਾਜਸਥਾਨ ਫੀਡਰ ਨਹਿਰ ਅਤੇ ਸਰਹਿੰਦ ਫੀਡਰ ਦੇ ਕਾਮਨ ਬੈਂਕ ਟੁੱਟਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਸੀ। ਇਸ ਨੁਕਸਾਨ ਨੂੰ ਰੋਕਣ ਦੇ ਮੱਦੇਨਜ਼ਰ ਇਹ ਕੰਮ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦਾ ਕੰਮ 800 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਪੂਰੀ ਹੋਣ ਨਾਲ ਦੋਵੇਂ ਨਹਿਰਾਂ ਦੇ ਨਾਲ ਲਗਦੇ ਪਿੰਡਾਂ ਅਤੇ ਸ਼ਹਿਰਾਂ ਦਾ ਸੰਭਾਵਿਤ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹੋ ਸਕੇਗਾ ਅਤੇ ਖੇਤਾਂ ਨੂੰ ਵੱਧ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਕੈਬਨਿਟ ਮੰਤਰੀ ਦੱਸਿਆ ਕਿ  ਫ਼ਰੀਦਕੋਟ ਦੀਆਂ ਸਮਾਜਿਕ ਸੰਸਥਾਵਾਂ ਅਤੇ ਸਥਾਨਕ ਕਿਸਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ਰੀਦਕੋਟ ਸ਼ਹਿਰ ਦੇ ਨੇੜੇ ਰਾਜਸਥਾਨ ਫੀਡਰ ਦੀ 12.50 ਕਿਲੋਮੀਟਰ ਬੈੱਡ ਵਿੱਚ ਕੰਕਰੀਟ ਦੀ ਥਾਂ ਇੱਟਾਂ ਦੀ ਲਾਈਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਭੂਮੀਗਤ ਪਾਣੀ ਦੇ ਰੀਚਾਰਜ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਰੀਲਾਈਨਿੰਗ ਦੇ ਕੰਮ ਤੋਂ ਬਾਅਦ ਨਹਿਰ ਨੂੰ ਸਮਰੱਥਾ ਅਨੁਸਾਰ ਚਲਾਇਆ ਜਾਵੇਗਾ ਅਤੇ ਰਾਜਸਥਾਨ ਨੂੰ ਉਸ ਦੇ ਬਣਦੇ ਹਿੱਸੇ ਅਨੁਸਾਰ ਹੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਿੰਚਾਈ ਦੇ ਪ੍ਰਬੰਧ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਰਾਜਸਥਾਨ ਫੀਡਰ ਨਹਿਰ ਦੀ 80 ਕਿਲੋਮੀਟਰ ਰੀਲਾਈਨਿੰਗ ਦਾ ਕੰਮ ਸਾਲ 2023 ਤੱਕ ਸਫ਼ਲਤਾਪੂਰਵਕ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਨਹਿਰ ਦੀ ਬੰਦੀ ਨਾ ਦਿੱਤੇ ਜਾਣ ਕਾਰਨ ਬਾਕੀ ਕੰਮ ਨਹੀਂ ਹੋ ਸਕਿਆ ਸੀ। ਹੁਣ ਸਾਲ 2026 ਦੀ ਬੰਦੀ ਦੌਰਾਨ ਬਾਕੀ ਰਹਿੰਦੀ 16.62 ਕਿਲੋਮੀਟਰ ਲਾਈਨਿੰਗ ਦਾ ਕੰਮ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ, ਜਿਸ ‘ਤੇ ਲਗਭਗ 170 ਕਰੋੜ ਰੁਪਏ ਦੀ ਲਾਗਤ ਆਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਬਚਾਉਣ ਲਈ 6700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਜਿਸ ਨਾਲ ਸਿੰਚਾਈ ਲਈ ਵਰਤੇ ਜਾਂਦੇ ਨਹਿਰੀ ਪਾਣੀ ਨੂੰ 26 ਫ਼ੀਸਦੀ ਤੋਂ ਵਧਾ ਕੇ 78 ਫ਼ੀਸਦੀ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਦੇ ਟੇਲਾਂ 'ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਕਿਸਾਨ ਨਹਿਰੀ ਪਾਣੀ ਵਰਤ ਕੇ ਆਪਣੇ ਖੇਤਾਂ ਦੀ ਸਿੰਚਾਈ ਕਰ ਰਿਹਾ ਹੈ।

ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਫਰੀਦਕੋਟ ਸ਼ਹਿਰ ਨੂੰ ਏਨਾ ਵੱਡਾ ਪ੍ਰਾਜਕੈਟ ਦੇਣ ਲਈ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬੇਨਤੀ 'ਤੇ ਸਰਕਾਰ ਨੇ ਨਹਿਰ ਦਾ ਬੈੱਡ ਕੰਕਰੀਟ ਦੀ ਥਾਂ ਇੱਟਾਂ ਦਾ ਬਣਾਇਆ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਨ੍ਹਾਂ ਨਹਿਰਾਂ ਦੀ ਰੀਲਾਇਨਿੰਗ ਨਾਲ ਇਲਾਕੇ ਵਿੱਚ ਸੇਮ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਐਸ.ਡੀ.ਐਮ. ਫਰੀਦਕੋਟ ਪੁਨੀਤ ਸ਼ਰਮਾ, ਮੁੱਖ ਇੰਜੀਨੀਅਰ ਨਹਿਰਾਂ ਸ. ਸ਼ੇਰ ਸਿੰਘ, ਨਿਗਰਾਨ ਇੰਜੀਨੀਅਰ ਫਿਰੋਜ਼ਪੁਰ ਨਹਿਰਾਂ ਸ੍ਰੀ ਸੰਦੀਪ ਗੋਇਲ, ਐਕਸੀਅਨ ਰਮਨਪ੍ਰੀਤ ਸਿੰਘ ਮਾਨ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

ਚੰਡੀਗੜ੍ਹ, 7 ਮਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਕੋਈ ਵੀ ਬੱਚਾ ਸਿਰਫ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 204.69 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਉਹ ਸਭ ਤੋਂ ਵੱਡੀ ਤਾਕਤ ਹੈ ਜੋ ਕਿਸੇ ਵੀ ਬੱਚੇ ਦੀ ਕਿਸਮਤ ਬਦਲ ਸਕਦੀ ਹੈ। ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਚੁੱਕਿਆ ਹਰ ਮਜ਼ਬੂਤ ਕਦਮ ਸਮਾਜ ਦੇ ਭਵਿੱਖ ਨੂੰ ਰੌਸ਼ਨ ਬਣਾਉਂਦਾ ਹੈ। ਇਸੇ ਸੋਚ ਨਾਲ ਮਾਨ ਸਰਕਾਰ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਤਾਂ ਜੋ ਸਮਾਜ ਦੇ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਮੌਕੇ ਮਿਲ ਸਕਣ ਅਤੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹ ਕਦਮ ਸਿਰਫ ਸਹੂਲਤਾਂ ਮੁਹੱਈਆ ਕਰਵਾਉਣ ਤੱਕ ਸੀਮਿਤ ਨਹੀਂ, ਸਗੋਂ ਸੂਬੇ ਵਿੱਚ ਸਮਾਜਿਕ ਬਰਾਬਰੀ, ਸਿੱਖਿਆ ਅਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਵੱਲ ਇਕ ਵੱਡੀ ਪਹਿਲ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਸਮਾਜ ਦਾ ਹਰ ਬੱਚਾ ਸਿੱਖਿਆ ਨਾਲ ਜੁੜੇਗਾ, ਆਤਮ-ਵਿਸ਼ਵਾਸ ਨਾਲ ਅੱਗੇ ਵਧੇਗਾ ਅਤੇ ਆਪਣੇ ਸੁਪਨੇ ਸਾਕਾਰ ਕਰੇਗਾ, ਤਦੋਂ ਹੀ “ਰੰਗਲਾ ਪੰਜਾਬ” ਦਾ ਸੁਪਨਾ ਸੱਚੇ ਅਰਥਾਂ ਵਿੱਚ ਸਾਕਾਰ ਹੋਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਸਮਾਜਿਕ ਨਿਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਲੋਕ-ਹਿਤੈਸ਼ੀ ਪਹਿਲਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦੀ ਰਹੇਗੀ।

ਅੰਮ੍ਰਿਤਸਰ : ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਚਾਰ ਸਾਲਾਂ ਦੇ ਅੰਦਰ ਮੁਫ਼ਤ ਬਿਜਲੀ, 65,000 ਸਰਕਾਰੀ ਨੌਕਰੀਆਂ, ਖੇਤਾਂ ਨੂੰ ਨਹਿਰੀ ਪਾਣੀ, 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਔਰਤਾਂ ਲਈ ਮਹੀਨਾਵਾਰ ਸਨਮਾਨ ਰਾਸ਼ੀ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਕੇਂਦਰ ਵਿੱਚ ਬੈਠੀ ਭਾਜਪਾ ਵਾਰ-ਵਾਰ ਪੰਜਾਬ ਵਿਰੋਧੀ ਫੈਸਲੈ ਕੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ।
ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਹੋਣ 'ਤੇ ਭਾਜਪਾ ਉੱਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ ਨਹੀਂ ਕਰੇਗਾ, ਜਿਨ੍ਹਾਂ ਨੇ ਅੰਨਦਾਤੇ ਦੀ ਆਵਾਜ਼ ਨੂੰ ਕੁਚਲਿਆ ਅਤੇ ਸੂਬੇ ਦੇ ਅਧਿਕਾਰਾਂ, ਵਸੀਲਿਆਂ ਅਤੇ ਪਛਾਣ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ।
"ਸ਼ੁਕਰਾਨਾ ਯਾਤਰਾ" ਦੇ ਦੂਜੇ ਦਿਨ ਰਈਆ ਅਤੇ ਹੋਰ ਥਾਵਾਂ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਕਈ ਵਾਰ ਪ੍ਰਗਟਾਵਾ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਹੋਈਆਂ, ਪੰਜਾਬ ਦੀਆਂ ਝਾਕੀਆਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਹੋਈਆਂ, ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀਆਂ ਨੂੰ ਧੱਕੇ ਨਾਲ ਹਰਿਆਣਾ ਨੂੰ ਦੇਣ ਦੀਆਂ ਕੋਸ਼ਿਸ਼ਾਂ, ਪੰਜਾਬ ਯੂਨੀਵਰਸਿਟੀ ਨੂੰ ਖੋਹਣ ਦੀ ਸਾਜ਼ਿਸ਼, ਚੰਡੀਗੜ੍ਹ 'ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਅਤੇ ਆਮ ਆਦਮੀ ਕਲੀਨਿਕਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨਫ਼ਰਤ ਅਤੇ ਫੁੱਟ ਪਾਊ ਰਾਜਨੀਤੀ 'ਤੇ ਚਲਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਕੋਈ ਵੀ ਨਵਾਂ ਗਠਜੋੜ ਇੱਕ ਵਾਰ ਫਿਰ ਸਾਬਤ ਕਰੇਗਾ ਕਿ ਦੋਵੇਂ ਪਾਰਟੀਆਂ "ਇੱਕੋ ਸਿੱਕੇ ਦੇ ਦੋ ਪਾਸੇ" ਹਨ। ਉਨ੍ਹਾਂ ਨੇ ਸੁਚੇਤ ਕੀਤਾ ਕਿ ਜੇਕਰ ਅਜਿਹਾ ਗਠਜੋੜ ਦੁਬਾਰਾ ਬਣ ਜਾਂਦਾ ਹੈ ਤਾਂ ਪੰਜਾਬ ਲਈ ਘਾਤਕ ਹੋਵੇਗਾ ਕਿਉਂਕਿ ਇਹ ਗਠਜੋੜ ਪੰਜਾਬੀਆਂ ਦੀ ਭਲਾਈ ਦੀ ਬਜਾਏ ਸਿਰਫ਼ ਰਾਜਨੀਤਿਕ ਬਚਾਅ ਅਤੇ ਸਵੈ-ਹਿੱਤ ਦੁਆਰਾ ਚਲਾਇਆ ਜਾਂਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ,"ਇਹ ਅਪਵਿੱਤਰ ਗਠਜੋੜ ਪੰਜਾਬ ਵਿਰੋਧੀ ਹੈ ਅਤੇ ਦੋਵੇਂ ਪਾਰਟੀਆਂ ਅੰਤ ਵਿੱਚ ਇੱਕ-ਦੂਜੇ ਨੂੰ ਰਾਜਨੀਤਿਕ ਤੌਰ 'ਤੇ ਤਬਾਹ ਕਰ ਦੇਣਗੀਆਂ,"
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਘੱਟੋ-ਘੱਟ 10 ਸਾਲ ਦੀ ਕੈਦ ਦੀ ਸਜ਼ਾ ਹੋਵੇਗੀ ਜੋ ਉਮਰ ਕੈਦ ਤੱਕ ਵਧ ਸਕਦੀ ਹੈ ਅਤੇ ਨਾਲ ਹੀ 50 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਪਿਛਲੀਆਂ ਸਰਕਾਰਾਂ ਪਹਿਲਾਂ ਏਨਾ ਸਖ਼ਤ ਕਾਨੂੰਨ ਕਿਉਂ ਨਹੀਂ ਬਣਾ ਸਕੀਆਂ ਕਿਉਂਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਮੁੱਖ ਮੰਤਰੀ ਨੇ ਕਿਹਾ, "ਇਹ ਸਰਕਾਰਾਂ ਖੁਦ ਬੇਅਦਬੀ ਦੀਆਂ ਘਟਨਾਵਾਂ ਦੀਆਂ ਗੁਨਾਹਗਾਰ ਹਨ ਅਤੇ ਇੱਥੋਂ ਤੱਕ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸ਼ਰਧਾਲੂਆਂ 'ਤੇ ਗੋਲੀ ਚਲਾਉਣ ਦਾ ਹੁਕਮ ਵੀ ਦਿੱਤਾ।" ਉਨ੍ਹਾਂ ਕਿਹਾ ਕਿ ਗੋਲੀਬਾਰੀ ਲਈ ਜ਼ਿੰਮੇਵਾਰ ਅਫਸਰਾਂ ਨੂੰ ਬਾਅਦ ਵਿੱਚ ਇਨਾਮ ਅਤੇ ਤਰੱਕੀ ਦਿੱਤੀ ਗਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਬਾਦਲ ਪਰਿਵਾਰ ਅੱਜ ਸਿਆਸੀ ਤੌਰ 'ਤੇ ਖੇਰੂੰ-ਖੇਰੂੰ ਹੋ ਚੁੱਕੇ ਹਨ ਕਿਉਂਕਿ "ਪ੍ਰਮਾਤਮਾ ਦੀ ਕਚਹਿਰੀ ਵਿੱਚ ਇਨਸਾਫ ਹੁੰਦਾ ਹੈ।" ਲੋਕਾਂ ਦੇ ਨਿਰੰਤਰ ਪਿਆਰ ਤੇ ਸਮਰਥਨ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਦੇ ਸ਼ੱਕੀ ਸਿਆਸੀ ਕਿਰਦਾਰ ਕਾਰਨ ਇਨ੍ਹਾਂ ਉਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਅਕਾਲੀਆਂ 'ਤੇ ਧਰਮ ਅਤੇ ਧਾਰਮਿਕ ਸੰਸਥਾਵਾਂ ਨੂੰ ਸਿਆਸੀ ਲਾਭ ਲਈ ਕੰਟਰੋਲ ਕਰਨ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਧਾਰਮਿਕ ਸੰਸਥਾਵਾਂ ਦੇ ਅਹੁਦੇਦਾਰ ਸਿੱਧੇ ਤੌਰ 'ਤੇ ਬਾਦਲ ਪਰਿਵਾਰ ਦੇ ਇਸ਼ਾਰੇ 'ਤੇ ਨਿਯੁਕਤ ਕੀਤੇ ਜਾਂਦੇ ਹਨ।
ਧਾਰਮਿਕ ਸੰਸਥਾਵਾਂ ਦੇ ਕੰਮਕਾਜ 'ਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ 14 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ। ਉਨ੍ਹਾਂ ਪੁੱਛਿਆ ਕਿ ਲੰਮੇ ਸਮੇਂ ਤੋਂ ਚੋਣਾਂ ਨਾ ਹੋਣ ਕਾਰਨ ਅਜਿਹੇ ਅਦਾਰੇ ਸੰਵਿਧਾਨਕ ਸੰਸਥਾ ਹੋਣ ਦਾ ਦਾਅਵਾ ਕਿਵੇਂ ਜਾਰੀ ਰੱਖ ਸਕਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਆਪ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿਪਾਹੀ ਕਹਿਣਾ ਚਾਹੀਦਾ ਹੈ, ਪਰ ਉਹ ਆਪਣੇ ਆਪ ਨੂੰ ਸੁਖਬੀਰ ਬਾਦਲ ਦਾ ਸਿਪਾਹੀ ਦੱਸ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਬਾਦਲ ਪਰਿਵਾਰ ਹੀ ਬੇਅਦਬੀ ਵਿਰੋਧੀ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ ਜਦੋਂ ਕਿ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਇਸ ਨੂੰ ਪੂਰੇ ਦਿਲ ਨਾਲ ਸਵੀਕਾਰ ਕੀਤਾ ਅਤੇ ਸਮਰਥਨ ਦਿੱਤਾ ਸੀ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਦੇ ਵਿਧਾਇਕ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਗੈਰ-ਹਾਜ਼ਰ ਰਹਿਣ 'ਤੇ ਵੀ ਨਿਸ਼ਾਨਾ ਬਣਾਇਆ ਜਿਸ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਪਾਸ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਬਹਿਸ ਤੋਂ ਇਸ ਕਰਕੇ ਭੱਜ ਗਏ ਕਿਉਂਕਿ ਉਨ੍ਹਾਂ ਦੇ ਆਪਣੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਬਾਰੇ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ, "ਇਸ ਸਖ਼ਤ ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਕੋਈ ਵੀ ਬੇਅਦਬੀ ਕਰਨ ਦੀ ਜੁਅੱਰਤ ਨਹੀਂ ਕਰੇਗਾ।" ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੰ  ਇਹ ਪਵਿੱਤਰ ਸੇਵਾ ਸੌਂਪੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਰੀ ਮਨੁੱਖਤਾ ਦੇ ਸਾਂਝੇ ਹਨ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਪ੍ਰਤੀਕ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਮਨੁੱਖਤਾ ਅਤੇ ਵਿਸ਼ਵ ਭਲਾਈ ਦਾ ਸੰਦੇਸ਼ ਫੈਲਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦੁਹਰਾਇਆ ਕਿ ਬੇਅਦਬੀ ਦੀ ਸਜ਼ਾ ਘੱਟੋ-ਘੱਟ 10 ਸਾਲ ਦੀ ਕੈਦ ਤੋਂ ਲੈ ਕੇ ਉਮਰ ਕੈਦ ਤੱਕ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਹੋਵੇਗੀ।
ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਲ 2022 ਵਿੱਚ ਲੋਕਾਂ ਦੁਆਰਾ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਇਲਾਜ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਵਿਸ਼ਵ ਪੱਧਰੀ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ ਅਤੇ ਹਰ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਪ੍ਰਾਪਤ ਕਰ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦੋਂ ਕਿ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਨਹਿਰਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਰ ਖੇਤ ਤੱਕ ਪਾਣੀ ਪਹੁੰਚ ਸਕੇ।
ਅੰਮ੍ਰਿਤਸਰ ਦੱਖਣੀ ਅਤੇ ਪੂਰਬੀ ਹਲਕਿਆਂ ਵਿੱਚ ਮੁੱਖ ਮੰਤਰੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਸਮਾਜ ਵਿੱਚ ਨਫ਼ਰਤ ਦੇ ਬੀਜ ਬੀਜਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਕਦੇ ਵੀ ਸਫਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ, "ਪੰਜਾਬ ਦੀ ਧਰਤੀ ਉਪਜਾਊ ਹੈ, ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਨਹੀਂ ਪੁੰਗਰ ਸਕਦਾ।" ਉਨ੍ਹਾਂ ਕਿਹਾ ਕਿ ਕੁਝ ਰਾਜਨੀਤਿਕ ਪਾਰਟੀਆਂ ਲੋਕਾਂ ਵਿੱਚ ਡਰ ਅਤੇ ਭੈਅ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਫੁੱਟ ਪਾਊ ਰਾਜਨੀਤੀ ਨਾਲ ਇਸ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ। "ਸ਼ੁਕਰਾਨਾ ਯਾਤਰਾ" ਨੂੰ ਅਧਿਆਤਮਕ ਯਾਤਰਾ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿੱਚ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦਾ ਬਲ ਬਖਸ਼ਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਯਾਤਰਾ ਦਾ ਕੋਈ ਰਾਜਨੀਤਿਕ ਸਬੰਧ ਨਹੀਂ ਹੈ ਅਤੇ ਇਸ ਦਾ ਉਦੇਸ਼ ਸਿਰਫ਼ ਗੁਰੂ ਸਾਹਿਬ ਜੀ ਦਾ ਸ਼ੁਕਰਗੁਜ਼ਾਰ ਕਰਨਾ ਸੀ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸਖ਼ਤ ਕਾਨੂੰਨ ਲਿਆਉਣ ਦਾ ਮੌਕਾ ਬਖਸ਼ਿਆ। ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਭਰ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰਦੀ ਰਹੇਗੀ।

ਪੰਜਾਬ ਦੇ ਮੰਤਰੀ ਦੇ ਪਿਤਾ ਦੀ ਗਿ੍ਰਫਤਾਰੀ ’ਤੇ ਰੋਕ ਤੋਂ ਹਾਈਕੋਰਟ ਦਾ ਇਨਕਾਰ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਜੀਤ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਭਲਕੇ ਸ਼ੁੱਕਰਵਾਰ ਤੱਕ ਟਾਲ ਦਿੱਤੀ ਹੈ ਅਤੇ ਨਾਲ ਹੀ ਗਿ੍ਰਫਤਾਰੀ ’ਤੇ ਰੋਕ ਲਗਾਉਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਅਜਿਹੇ ਵਿਚ ਸੁਖਦੇਵ ਸਿੰਘ ਭੁੱਲਰ ’ਤੇ ਗਿ੍ਰਫਤਾਰੀ ਦੀ ਤਲਵਾਰ ਅਜੇ ਵੀ ਲਟਕੀ ਹੋਈ ਹੈ। ਟਰਾਇਲ ਕੋਰਟ ਤੋਂ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਸੁਖਦੇਵ ਸਿੰਘ ਨੇ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ। ਜ਼ਿਕਰਯੋਗ ਹੈ ਕਿ ਇਹ ਪੂਰਾ ਮਾਮਲਾ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ 45 ਸਾਲਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨਾਲ ਜੁੜਿਆ ਹੈ। ਰੰਧਾਵਾ ਨੇ ਲੰਘੀ 21 ਮਾਰਚ ਨੂੰ ਅੰਮਿ੍ਰਤਸਰ ਸਥਿਤ ਆਪਣੇ ਘਰ ਵਿਚ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ ਸੀ। ਆਤਮ ਹੱਤਿਆ ਤੋਂ ਪਹਿਲਾਂ ਰੰਧਾਵਾ ਨੇ ਮੋਬਾਇਲ ਫੋਨ ’ਤੇ ਇਕ ਵੀਡੀਓ ਵੀ ਰਿਕਾਰਡ ਕੀਤਾ ਸੀ। ਵੀਡੀਓ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਉਹ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਡਰ ਦੇ ਕਾਰਨ ਇਹ ਕਦਮ ਚੁੱਕ ਰਹੇ ਹਨ।

ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ` ਦੇ ਦੂਜੇ ਦਿਨ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਕਿਹਾ ਕਿ ਨਵਾਂ ਬੇਅਦਬੀ ਵਿਰੋਧੀ ਕਾਨੂੰਨ ਅਪਰਾਧੀਆਂ ਲਈ ਐਫ.ਆਈ.ਆਰ., ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਤੋਂ ਬਾਅਦ ਜ਼ਮਾਨਤ ਨਾ ਦੇਣ ਦੀ ਵਿਵਸਥਾ ਕਰਦਾ ਹੈ। ਪਿਛਲੀਆਂ ਸਰਕਾਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਆਜ਼ਾਦ ਘੁੰਮਣ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ` ਸਰਕਾਰ ਨੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਬਣਾਇਆ ਹੈ।

ਭਾਜਪਾ ਅਤੇ ਅਕਾਲੀਆਂ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸਿਆਸੀ ਲਾਭ ਲਈ ਸਿੱਖਾਂ ਅਤੇ ਹਿੰਦੂਆਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਦੀ ਮਜ਼ਬੂਤ ਪਰੰਪਰਾ ਸਾਹਮਣੇ ਅਸਫ਼ਲ ਹੋ ਜਾਣਗੀਆਂ। ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਨੂੰ ਪੰਜਾਬ ਵਿੱਚ ਭਾਜਪਾ ਦੇ ਰਾਜਨੀਤਿਕ ਦਾਖ਼ਲੇ ਨਾਲ ਜੋੜਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਜਿੱਥੇ ਵੀ ਜਾਂਦੀ ਹੈ, ਚੋਣਾਂ ਤੋਂ ਪਹਿਲਾਂ ਡਰ, ਅਸ਼ਾਂਤੀ ਅਤੇ ਵੰਡੀਆਂ ਪਵਾਉਂਦੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਬੇਅਦਬੀ ਵਿਰੋਧੀ ਕਾਨੂੰਨ ਤੋਂ ਬਾਅਦ ਪੰਜਾਬ ਸਰਕਾਰ ਜਲਦੀ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਲਿਆਏਗੀ, ਜਿਸ ਤਹਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਸਾਨ ਜ਼ਮਾਨਤ ਪੂਰੀ ਤਰ੍ਹਾਂ ਬੰਦ ਕੀਤੀ ਜਾਵੇਗੀ।

ਜਲੰਧਰ ਤੋਂ ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਦੀ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਮਪੁਰ ਅਤੇ ਕਰਤਾਰਪੁਰ ਵਿਖੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਖ਼ੁਦ ਬੇਅਦਬੀ ਵਿੱਚ ਸ਼ਾਮਲ ਸਨ ਅਤੇ ਇਸ ਲਈ ਉਨ੍ਹਾਂ ਕੋਲ ਕਾਨੂੰਨ ਦਾ ਵਿਰੋਧ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੀ ਕਾਨੂੰਨ ਨੂੰ ਮਜ਼ਬੂਤ ਕਰ ਸਕਦੀਆਂ ਸਨ ਪਰ ਉਨ੍ਹਾਂ ਜਾਣ-ਬੁੱਝ ਕੇ ਅਜਿਹਾ ਨਹੀਂ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕ ਅਕਾਲੀਆਂ ਨੂੰ ਇਹ ਮੰਨ ਕੇ ਵੋਟ ਪਾਉਂਦੇ ਰਹੇ ਕਿ ਉਹ ਬਾਬਾ ਨਾਨਕ ਦੇ ਆਦਰਸ਼ਾਂ ਦੀ ਨੁਮਾਇੰਦਗੀ ਕਰਦੇ ਹਨ, ਪਰ ਉਨ੍ਹਾਂ ਨੇ ਗੁਰੂਆਂ ਦੀਆਂ ਪਵਿੱਤਰ ਸਿੱਖਿਆਵਾਂ ਦਾ ਨਿਰਾਦਰ ਕੀਤਾ। ਅਕਾਲੀਆਂ ਨੂੰ ਛੱਡ ਕੇ ਪੂਰੀ ਸਿੱਖ ਸੰਗਤ ਇਸ ਬੇਅਦਬੀ ਵਿਰੋਧੀ ਕਾਨੂੰਨ ਦਾ ਸਵਾਗਤ ਕਰ ਰਹੀ ਹੈ।"

ਯਾਤਰਾ ਦੌਰਾਨ ਲੋਕਾਂ ਵੱਲੋਂ ਦਿੱਤੇ ਗਏ ਅਥਾਹ ਪਿਆਰ ਅਤੇ ਸਨੇਹ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਜ਼ਿੰਮੇਵਾਰੀ ਬਖ਼ਸ਼ੀ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਕੁੱਝ ਦਿਨਾਂ ਬਾਅਦ ਹੀ ਪੰਜਾਬੀਆਂ ਨੂੰ ਬੇਅਦਬੀ ਦੀਆਂ ਦਰਦਨਾਕ ਖ਼ਬਰਾਂ ਸੁਣਨੀਆਂ ਪੈਂਦੀਆਂ ਸਨ ਪਰ ਦੋਸ਼ੀ ਅਕਸਰ ਬਚ ਜਾਂਦੇ ਸਨ ਕਿਉਂਕਿ ਕਾਨੂੰਨ ਕਮਜ਼ੋਰ ਸੀ। ਲੋਕਾਂ ਦੇ ਆਸ਼ੀਰਵਾਦ ਅਤੇ ਪਰਮਾਤਮਾ ਦੀ ਮਿਹਰ ਸਦਕਾ ਸਾਨੂੰ ਇਸ ਕਾਨੂੰਨ ਨੂੰ ਮਜ਼ਬੂਤ ਕਰਨ ਦਾ ਮੌਕਾ ਮਿਲਿਆ।"

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਾਰ-ਵਾਰ ਦਾਅਵਾ ਕਰਦੀਆਂ ਰਹੀਆਂ ਹਨ ਕਿ ਇਹ ਕਾਨੂੰਨ ਕਦੇ ਵੀ ਪਾਸ ਨਹੀਂ ਹੋਵੇਗਾ, ਰਾਸ਼ਟਰਪਤੀ ਕੋਲ ਫਸ ਜਾਵੇਗਾ ਜਾਂ ਰਾਜਪਾਲ ਦੀ ਪ੍ਰਵਾਨਗੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਦੇ ਸਭ ਤੋਂ ਵਧੀਆ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਾਨੂੰਨ ਸੰਵਿਧਾਨਕ ਤੌਰ `ਤੇ ਮਜ਼ਬੂਤ ਅਤੇ ਭਵਿੱਖ ਲਈ ਢੁਕਵਾਂ ਹੋਵੇ। ਉਨ੍ਹਾਂ ਕਿਹਾ, “ਹੁਣ ਜੇ ਕੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਹੈ ਤਾਂ ਐਫ.ਆਈ.ਆਰ. ਤੋਂ ਬਾਅਦ ਕੋਈ ਜ਼ਮਾਨਤ ਨਹੀਂ ਹੋਵੇਗੀ। ਘੱਟੋ-ਘੱਟ ਸਜ਼ਾ 10 ਸਾਲ ਦੀ ਕੈਦ ਹੋਵੇਗੀ ਅਤੇ ਇਹ ਉਮਰ ਕੈਦ ਤੱਕ ਵਧ ਸਕਦੀ ਹੈ। ਨਾਲ ਹੀ 50 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ।"

ਭਾਜਪਾ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਵੀ ਭਾਜਪਾ ਸੱਤਾ ਵਿੱਚ ਆਉਂਦੀ ਹੈ, ਉਹ ਗਰੀਬਾਂ ਅਤੇ ਆਮ ਲੋਕਾਂ ਲਈ ਬਣਾਈਆਂ ਭਲਾਈ ਯੋਜਨਾਵਾਂ ਨੂੰ ਬੰਦ ਕਰ ਦਿੰਦੀ ਹੈ। ਉਨ੍ਹਾਂ ਕਿਹਾ, “ਉਨ੍ਹਾਂ ਨੇ ਦਿੱਲੀ ਵਿੱਚ ਮੁਹੱਲਾ ਕਲੀਨਿਕ ਬੰਦ ਕਰ ਦਿੱਤੇ ਅਤੇ ਜੇ ਉਹ ਪੰਜਾਬ ਆਉਂਦੇ ਹਨ ਤਾਂ ਉਹ ਇੱਥੇ ਵੀ ਅਜਿਹਾ ਹੀ ਕਰਨਗੇ। ਇਹ ਪਾਰਟੀਆਂ ਲੋਕ-ਪੱਖੀ ਪਹਿਲਕਦਮੀਆਂ ਦੇ ਵਿਰੁੱਧ ਹਨ ਅਤੇ ਲੋਕ ਭਲਾਈ ਪ੍ਰਤੀ ਸੌੜੀ ਮਾਨਸਿਕਤਾ ਰੱਖਦੀਆਂ ਹਨ।"

ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਤੋਂ ਬਾਅਦ ਪੰਜਾਬ ਸਰਕਾਰ ਹੁਣ ਨਸ਼ਿਆਂ ਦੇ ਖ਼ਤਰੇ ਵਿਰੁੱਧ ਹੋਰ ਵੀ ਸਖ਼ਤ ਕਾਨੂੰਨ ਲਿਆਏਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ, ਜਿਸ ਨਾਲ ਇਹ ਬੁਰਾਈ ਪੂਰੇ ਪੰਜਾਬ ਵਿੱਚ ਫੈਲੀ। ਉਨ੍ਹਾਂ ਆਖਿਆ, “ਹੁਣ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ, ਉਨ੍ਹਾਂ ਨੂੰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ ਅਤੇ ਹੁਣ ਆਸਾਨੀ ਨਾਲ ਜ਼ਮਾਨਤ ਸੰਭਵ ਨਹੀਂ ਰਹੇਗੀ। ਪਹਿਲਾਂ ਬਹੁਤ ਸਾਰੇ ਮੁਲਜ਼ਮਾਂ ਨੂੰ ਸਿੱਧੇ ਥਾਣਿਆਂ ਤੋਂ ਜ਼ਮਾਨਤ ਵੀ ਮਿਲ ਜਾਂਦੀ ਸੀ। ਇਹ ਪ੍ਰਣਾਲੀ ਖ਼ਤਮ ਹੋ ਜਾਵੇਗੀ।"

ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਕਦੇ ਵੀ ਟੁੱਟ ਨਹੀਂ ਸਕਦੀ। ਉਨ੍ਹਾਂ ਕਿਹਾ, “ਪੰਜਾਬ ਦੀ ਮਿੱਟੀ ਉਪਜਾਊ ਹੈ ਅਤੇ ਇੱਥੇ ਹਰ ਬੀਜ ਉੱਗ ਸਕਦਾ ਹੈ, ਪਰ ਇਸ ਧਰਤੀ `ਤੇ ਨਫ਼ਰਤ ਦਾ ਬੀਜ ਕਦੇ ਨਹੀਂ ਪੁੰਗਰ ਸਕਦਾ। ਭਾਜਪਾ ਅਤੇ ਅਕਾਲੀ ਦਲ ਵੋਟਾਂ ਲਈ ਸਿੱਖਾਂ ਅਤੇ ਹਿੰਦੂਆਂ ਨੂੰ ਵੰਡਣ ਦੀ ਕੋਸ਼ਿਸ਼ ਕਰਦੇ ਹਨ, ਪਰ ਪੰਜਾਬੀਆਂ ਨੇ ਹਮੇਸ਼ਾ ਅਜਿਹੀ ਰਾਜਨੀਤੀ ਨੂੰ ਰੱਦ ਕੀਤਾ ਹੈ।"

ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਹੋਏ ਧਮਾਕਿਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਘਟਨਾਵਾਂ ਪੰਜਾਬ ਵਿੱਚ ਭਾਜਪਾ ਦੇ ਸਿਆਸੀ ਦਾਖ਼ਲੇ ਦਾ ਸੰਕੇਤ ਹਨ। ਉਨ੍ਹਾਂ ਕਿਹਾ, “ਭਾਜਪਾ ਜਿੱਥੇ ਵੀ ਜਾਂਦੀ ਹੈ, ਉੱਥੇ ਅਸ਼ਾਂਤੀ ਤੇ ਡਰ ਫੈਲਾਉਂਦੀ ਹੈ। ਉਹ ਸਿੱਖਾਂ ਅਤੇ ਹਿੰਦੂਆਂ ਨੂੰ ਆਪਸ ਵਿੱਚ ਲੜਾਉਣ ਦੀ ਕੋਸ਼ਿਸ਼ ਕਰਦੇ ਹਨ, ਪਰ ਪੰਜਾਬੀ ਇਸ ਜਾਲ ਵਿੱਚ ਨਹੀਂ ਫਸਣਗੇ। ਅਤਿਵਾਦ ਦੇ ਸਭ ਤੋਂ ਕਾਲੇ ਦਿਨਾਂ ਦੌਰਾਨ ਵੀ ਪੰਜਾਬ ਦੀ ਭਾਈਚਾਰਕ ਸਾਂਝ ਬਰਕਰਾਰ ਰਹੀ ਅਤੇ ਲੋਕਾਂ ਨੇ ਇਕੱਠੇ ਤਿਉਹਾਰ ਮਨਾਏ।"

ਲੋਕਾਂ ਨੂੰ ਫੁੱਟਪਾਊ ਰਾਜਨੀਤੀ ਤੋਂ ਬਚਣ ਦੀ ਚੇਤਾਵਨੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਾਫ਼ੀ ਕਾਲੇ ਦਿਨ ਦੇਖ ਚੁੱਕਾ ਹੈ ਅਤੇ ਹੁਣ ਵਿਕਾਸ ਤੇ ਤਰੱਕੀ `ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਸਕੂਲ ਅਤੇ ਹਸਪਤਾਲ ਬਣਾਏ ਜਾ ਰਹੇ ਹਨ। ਅਸੀਂ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।"

ਕਰਤਾਰਪੁਰ ਵਿਖੇ ਇਕ ਹੋਰ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਅਸਥਿਰਤਾ ਅਤੇ ਡਰ ਵਿੱਚ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਸ਼ਾਂਤੀ ਪਸੰਦ ਪੰਜਾਬੀ ਉਨ੍ਹਾਂ ਨੂੰ ਢੁਕਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ, “ਚੋਣਾਂ ਤੋਂ ਪਹਿਲਾਂ ਭਾਜਪਾ ਆਗੂ ਵੰਡੀਆਂ ਪਾਉਣ ਅਤੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਦੀ ਕੋਸ਼ਿਸ਼ ਕਰਦੇ ਹਨ, ਪਰ ਅਜਿਹੀ ਗੰਦੀ ਰਾਜਨੀਤੀ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਖ਼ੁਸ਼ਹਾਲੀ ਅਤੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਕੱਟਾਂ ਅਤੇ ਕਮਿਸ਼ਨਾਂ’ ਦਾ ਯੁੱਗ ਖ਼ਤਮ ਹੋ ਗਿਆ ਹੈ, ਜਿਸ ਨਾਲ ਉਦਯੋਗਪਤੀਆਂ ਦਾ ਵਿਸ਼ਵਾਸ ਵਧਿਆ ਹੈ। ਉਨ੍ਹਾਂ ਟਿੱਪਣੀ ਕੀਤੀ ਕਿ “ਟਾਟਾ ਸਟੀਲ, ਗੋਦਰੇਜ ਅਤੇ ਕਈ ਹੋਰ ਕੰਪਨੀਆਂ ਪੰਜਾਬ ਵਿੱਚ ਪ੍ਰਾਜੈਕਟ ਸਥਾਪਤ ਕਰ ਰਹੀਆਂ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਢਾਬਿਆਂ ਵਾਲਿਆਂ ਤੋਂ ਵੀ ਕਮਿਸ਼ਨ ਮੰਗਦੀਆਂ ਸਨ।"

ਪੰਜਾਬ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਪਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਨਹਿਰਾਂ ਤੇ ਪਾਣੀ ਦੀਆਂ ਨਾਲੀਆਂ ਬਹਾਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ 65,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਸਿਫ਼ਾਰਸ਼ ਜਾਂ ਭ੍ਰਿਸ਼ਟਾਚਾਰ ਦੇ ਸਿਰਫ਼ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ, “ਕਰਦਾਤਾਵਾਂ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਨੂੰ ਇਮਾਨਦਾਰੀ ਨਾਲ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਵਿਕਾਸ ਕਾਰਜਾਂ `ਤੇ ਖ਼ਰਚ ਰਹੇ ਹਾਂ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਦਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ, ਜੋ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ, “ਹਰ ਪਰਿਵਾਰ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਇਸ ਯੋਜਨਾ ਅਧੀਨ ਸੂਚੀਬੱਧ ਕੀਤਾ ਗਿਆ ਹੈ।"

ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੋਰ ਸ਼਼੍ਰੇਣੀਆਂ ਦੇ ਪਰਿਵਾਰਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦੇਣ ਦੀ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ, “ਇਹ ਰਕਮ ਕਿਸੇ ਨੂੰ ਅਮੀਰ ਤਾਂ ਨਹੀਂ ਬਣਾ ਸਕਦੀ, ਪਰ ਇਹ ਯਕੀਨੀ ਤੌਰ `ਤੇ ਪਰਿਵਾਰਾਂ ਦੀ ਮਦਦ ਕਰੇਗੀ ਅਤੇ ਔਰਤਾਂ ਨੂੰ ਮਾਣ ਨਾਲ ਜਿਊਣ ਦਾ ਅਧਿਕਾਰ ਦੇਵੇਗੀ।"

ਮੁਹਾਲੀ/ਬਿਊਰੋ ਨਿਊਜ਼

ਮੁਹਾਲੀ ਦੇ ਕਸਬਾ ਖਰੜ ਵਿਚ ਵੈਸਟਰਨ ਟਾਵਰਜ਼ ਸੁਸਾਇਟੀ ਵਿਚ ਅੱਜ ਈਡੀ ਦੀ ਟੀਮ ਨੇ ਆਈ.ਟੀ. ਸੈਕਟਰ ਵਿਚ ਕੰਮ ਕਰਨ ਵਾਲੇ ਇਕ ਵਿਅਕਤੀ ਦੇ ਘਰ ਛਾਪਾ ਮਾਰਿਆ ਹੈ। ਈਡੀ ਦੀ ਟੀਮ ਨੂੰ ਆਉਂਦਾ ਦੇਖ ਕੇ ਕਿਸੇ ਨੇ ਰਿਹਾਇਸ਼ੀ ਟਾਵਰ ਦੀ ਨੌਵੀਂ ਮੰਜ਼ਿਲ ਤੋਂ ਕੈਸ਼ ਨਾਲ ਭਰੇ ਬੈਗ ਹੇਠਾਂ ਸੁੱਟ ਦਿੱਤੇ। ਇਨ੍ਹਾਂ ਵਿਚੋਂ ਇਕ ਬੈਗ ਹੇਠਾਂ ਡਿੱਗਦੇ ਹੀ ਫਟ ਗਿਆ ਅਤੇ ਉਸ ਵਿਚੋਂ ਨੋਟ ਨਿਕਲ ਕੇ ਖਿੱਲਰ ਗਏ। ਦੱਸਿਆ ਗਿਆ ਹੈ ਕਿ ਈਡੀ ਦੀ ਟੀਮ ਨੇ 21 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਦੇ ਕਰੀਬੀ ਦੇ ਘਰ ਈਡੀ ਦੀ ਰੇਡ ਹੋਈ ਹੈ। ਉਧਰ ਦੂਜੇ ਪਾਸੇ ਸੀਐਮ ਮਾਨ ਨੇ ਇਨ੍ਹਾਂ ਇਲਜ਼ਾਮਾਂ ਨੂੰ ਖਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਈਡੀ ਦੀ ਰੇਡ ਨਾਲ ਸਾਡਾ ਕੋਈ ਸਬੰਧ ਨਹੀਂ ਹੈ।

ਜ਼ੀਰਾ/ਤਲਵੰਡੀ ਭਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ।
ਸ਼ੁਕਰਾਨਾ ਯਾਤਰਾ ਦੌਰਾਨ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸ਼ਾਇਦ ਕਦੇ ਵੀ ਸੱਤਾ ਵਿੱਚ ਦੁਬਾਰਾ ਨਹੀਂ ਆਵੇਗਾ, ਪਰ ਉਹ ਸਮਾਂ ਜ਼ਰੂਰ ਆਵੇਗਾ ਜਦੋਂ ਉਹ ਅਤੇ ਮਜੀਠੀਆ, ਦੋਵੇਂ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਲੋਕਾਂ 'ਤੇ ਜ਼ੁਲਮ ਢਾਹੁਣ ਤੋਂ ਬਾਅਦ ਵੀ ਉਹ ਬੇਸ਼ਰਮੀ ਨਾਲ ਰੈਲੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵਿੱਚ ਕੁਝ ਠੀਕ ਨਹੀਂ ਚੱਲ ਰਿਹਾ ਕਿਉਂਕਿ ਉਹ ਇੱਕ-ਦੂਜੇ ਨਾਲ ਗੱਲ ਨਹੀਂ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਲਾਗੂ ਹੋਣ ਤੋਂ ਬਾਅਦ ਸੁਖਬੀਰ ਦੇਸ਼ ਛੱਡ ਗਿਆ ਹੈ ਅਤੇ ਵਿਦੇਸ਼ ਬੈਠ ਕੇ ਉਹ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰਦਾ ਰਿਹਾ ਕਿ ਉਸ ਨੂੰ ਵਾਪਸ ਆਉਣਾ ਚਾਹੀਦਾ ਹੈ ਜਾਂ ਨਹੀਂ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦਿਲ ਪਰਮਾਤਮਾ ਦਾ ਰਿਣੀ ਹੈ ਜਿਸ ਨੇ ਉਸ ਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਲਾਗੂ ਕਰਕੇ ਮਨੁੱਖਤਾ ਦੀ ਸੇਵਾ ਦਾ ਸੁਭਾਗ ਬਖਸ਼ਿਆ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਜਾਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਕਿ ਹੁਣ ਜੋ ਵੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਪਾਇਆ ਜਾਵੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਇਸ ਅਪਰਾਧ ਲਈ ਸਜ਼ਾ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸ਼ਾਸਕਾਂ ਦਾ ਨਾ ਤਾਂ ਇਸ ਬੇਅਦਬੀ ਨੂੰ ਰੋਕਣ ਲਈ ਕਾਨੂੰਨ ਬਣਾਉਣ ਦਾ ਇਰਾਦਾ ਸੀ ਅਤੇ ਨਾ ਹੀ ਇੱਛਾ ਸੀ ਜਿਸ ਕਾਰਨ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ।
ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੁਆਰਾ ਪਾਸ ਕੀਤਾ ਗਿਆ ਕਾਨੂੰਨ ਬੇਅਦਬੀ ਨੂੰ ਰੋਕੇਗਾ ਕਿਉਂਕਿ ਕੋਈ ਵੀ ਇਸ ਨਾ-ਮੁਆਫੀਯੋਗ ਅਪਰਾਧ ਵਿੱਚ ਸ਼ਾਮਲ ਹੋਣ ਦੀ ਹਿੰਮਤ ਨਹੀਂ ਕਰੇਗਾ। ਅਕਾਲੀਆਂ ਉਤੇ ਵਰ੍ਹਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਵਿੱਚ ਬੇਅਦਬੀ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਣ ਤੋਂ ਬਾਅਦ ਨਿਰਦੋਸ਼ ਲੋਕਾਂ 'ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਇਹ ਸੇਵਾ ਸੌਂਪੀ ਹੈ ਜਿਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ, ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੱਲ੍ਹ ਉਹ ਦਮਦਮਾ ਸਾਹਿਬ ਵਿਖੇ ਮੱਥਾ ਟੇਕਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, 65,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ਾ ਬੰਦ ਕਰਨ ਨਾਲ ਲੋਕਾਂ ਦੀ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਅਤੇ ਬੁਨਿਆਦੀ ਢਾਂਚਾ ਉਸਾਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ- ਜੋ ਕਿ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਪ੍ਰਦਾਨ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਨਤਾ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਤਹਿਤ ਹਰ ਪਰਿਵਾਰ ਮੁਫ਼ਤ ਸਿਹਤ ਸੰਭਾਲ ਸਹੂਲਤਾਂ ਦਾ ਹੱਕਦਾਰ ਹੈ ਅਤੇ ਇਸ ਤਹਿਤ ਸਾਰਿਆਂ ਨੂੰ ਆਪਣਾ ਨਾਮ ਦਰਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਾਵਾਂ ਧੀਆਂ  ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ 1,500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਪ੍ਰਾਪਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਤੋਂ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14000 ਕਿਲੋਮੀਟਰ ਪਾਈਪਾਂ ਅਤੇ ਖਾਲੇ ਬਣਾਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਕੇ ਵੱਡੇ ਪੱਧਰ 'ਤੇ ਲਾਭ ਪਹੁੰਚਾਉਣ ਲਈ ਇਨ੍ਹਾਂ ਪਾਈਪਲਾਈਨਾਂ ਅਤੇ ਖਾਲਿਆਂ ਵਿੱਚ 21000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੱਡਿਆ ਗਿਆ ਇਹ ਪਾਣੀ ਦੋ ਭਾਖੜਾ ਨਹਿਰਾਂ ਦੁਆਰਾ ਸਪਲਾਈ ਕੀਤੇ ਜਾਂਦੇ ਪਾਣੀ ਦੇ ਬਰਾਬਰ ਹੈ ਅਤੇ ਇਸ ਕਦਮ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ, ਤਾਂ ਜੋ ਪਾਣੀ ਦਾ ਪੱਧਰ ਵਧਾਇਆ ਜਾ ਸਕੇ ਅਤੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪੰਜਾਬ ਪਾਣੀ ਦੀ ਰਾਖੀ ਲਈ ਡਟ ਕੇ ਖੜ੍ਹਾ ਹੈ ਅਤੇ ਪਾਣੀ ਤੋਂ ਬਿਨਾਂ ਸੂਬੇ ਦਾ ਕੋਈ ਵਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਉਹ ਇਸਨੂੰ ਸਮਝਦਾਰੀ ਨਾਲ ਲੋਕਾਂ ਦੀ ਭਲਾਈ 'ਤੇ ਖਰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤਾਂ ਵਿੱਚੋਂ ਲੰਘਦੀਆਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਜਲਦੀ ਹੀ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਤੋਂ ਇੱਕ ਪਾਇਲਟ ਪਹਿਲਕਦਮੀ ਵਜੋਂ ਸ਼ੁਰੂ ਹੋਵੇਗਾ ਤਾਂ ਜੋ ਮਨੁੱਖੀ ਜੀਵਨ ਨੂੰ ਹੋਣ ਵਾਲੇ ਜ਼ੋਖਮਾਂ ਨੂੰ ਖਤਮ ਕੀਤਾ ਜਾ ਸਕੇ, ਫਸਲਾਂ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ ਅਤੇ ਖੇਤੀਬਾੜੀ ਕਾਰਜਾਂ 'ਤੇ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਸਪੱਸ਼ਟ ਹੈ ਕਿ ਕਿਸਾਨਾਂ ਨੂੰ ਸਮਰੱਥ ਬਣਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਖੁਸ਼ਹਾਲ ਅਤੇ ਟਿਕਾਊ ਪੰਜਾਬ ਦੀ ਸਿਰਜਣਾ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਲਈ, ਸੂਬਾ ਸਰਕਾਰ 15 ਜੁਲਾਈ ਤੱਕ ਸੂਬੇ ਭਰ ਵਿੱਚ 3100 ਨਵੇਂ ਬਣੇ ਖੇਡ ਮੈਦਾਨ ਸਮਰਪਿਤ ਕਰੇਗੀ। ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਖੇਡਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਵਰਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਵੀ ਸਮਾਂ ਨਹੀਂ ਹੈ ਕਿਉਂਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਬੁਲੰਦੀਆਂ ਛੂਹਣ ਕਰਨ ਲਈ ਆਪਣੀ ਪੂਰੀ ਤਾਕਤ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਅਤੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਬਹੁਤ ਮਦਦ ਕਰੇਗਾ।

ਤਰੁਣ ਚੁੱਘ ਬੋਲੇ : ਸੀਐਮ ਮੁਆਫੀ ਮੰਗੇ ਨਹੀਂ ਤਾਂ ਅਦਾਲਤ ਵਿਚ ਘਸੀਟਾਂਗੇ

ਲੁਧਿਆਣਾ/ਬਿਊਰੋ ਨਿਊਜ਼

ਪੰਜਾਬ ਵਿਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ ਪੰਜਾਬ ਸਰਕਾਰ ਦੇ ਤਮਾਮ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵੱਡੇ ਨੇਤਾ ਬੰਬ ਧਮਾਕਿਆਂ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ ਅਤੇ ਇਸ ਨੂੰ ਪੰਜਾਬ ਵਿਚ ਭਾਜਪਾ ਦੀ ਐਂਟਰੀ ਦੱਸ ਰਹੇ ਹਨ। ਉਧਰ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਮਾਨ ਦੇ ਇਸ ਬਿਆਨ ’ਤੇ ਉਨ੍ਹਾਂ ਨੂੰ ਲੀਗਲ ਨੋਟਿਸ ਭੇਜ ਦਿੱਤਾ ਹੈ। ਨੋਟਿਸ ਵਿਚ ਤਰੁਣ ਚੁੱਘ ਨੇ ਸੀਐਮ ਮਾਨ ਨੂੰ 7 ਦਿਨਾਂ ਦਾ ਨੋਟਿਸ ਦਿੱਤਾ ਹੈ ਅਤੇ ਕਿਹਾ ਕਿ ਸੀਐਮ ਆਪਣੇ ਇਸ ਬਿਆਨ ਨੂੰ ਵਾਪਸ ਲੈ ਕੇ ਜਨਤਕ ਤੌਰ ’ਤੇ ਮੁਆਫੀ ਮੰਗਣ, ਨਹੀਂ ਉਨ੍ਹਾਂ ਨੂੰ ਕੋਰਟ ਵਿਚ ਘਸੀਟਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਖਿਲਾਫ ਮਾਣਹਾਨੀ ਅਤੇ ਹੋਰ ਕਾਨੂੰਨੀ ਧਰਾਵਾਂ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ : ਅਦਾਰਾ "ਕਾਵਿਲੋਕ" ਵੱਲੋਂ ਹਰ ਸਾਲ ਦਿੱਤਾ ਜਾਂਦਾ "ਕਾਵਿਲੋਕ ਪੁਰਸਕਾਰ" ਇਸ ਵਾਰ ਪੰਜਾਬੀ ਦੇ ਉੱਘੇ ਕਵੀ ਡਾ. ਅਮਰਜੀਤ ਕੌਂਕੇ ਨੂੰ ਉਹਨਾਂ ਦੀ ਕਾਵਿ-ਕਿਤਾਬ "ਇਸ ਧਰਤੀ 'ਤੇ ਰਹਿੰਦਿਆਂ" ਲਈ ਦਿੱਤਾ ਜਾਵੇਗਾ। 
ਇਹ ਐਲਾਨ ਕਰਦਿਆਂ "ਕਾਵਿਲੋਕ" ਦੀ ਪ੍ਰਬੰਧਕੀ ਸੰਪਾਦਕ ਪਰਮਜੀਤ ਕੌਰ ਨੇ ਦੱਸਿਆ ਕਿ ਸਾਲ 2025 ਵਿੱਚ ਛਪੀਆਂ ਕਾਵਿ-ਕਿਤਾਬਾਂ ਬਾਰੇ ਕਰਵਾਏ ਗਏ ਸਰਵੇਖਣ ਅਤੇ ਮਾਹਿਰਾਂ ਦੀ ਰਾਏ ਅਨੁਸਾਰ ਆਖਰੀ ਦੌਰ ਵਿੱਚ ਪਹੁੰਚੀਆਂ ਕਿਤਾਬਾਂ ਵਿੱਚੋਂ ਇਹ ਕਿਤਾਬ ਪੁਰਸਕਾਰ ਲਈ ਚੁਣੀ ਗਈ ਹੈ। ਇਸ ਪੁਰਸਕਾਰ ਵਿੱਚ 21000 ਰੁਪਏ ਨਕਦ,ਸਨਮਾਨ ਚਿੰਨ ਅਤੇ ਦੁਸ਼ਾਲਾ ਭੇਟ ਕੀਤਾ ਜਾਂਦਾ ਹੈ।
 ਪਰਮਜੀਤ ਕੌਰ ਨੇ ਦੱਸਿਆ ਕਿ ਪੁਰਸਕਾਰ ਬਾਰੇ ਆਖ਼ਰੀ ਫ਼ੈਸਲਾ ਕਰਨ ਵਾਲੀ ਮਾਹਿਰਾਂ ਦੀ ਕਮੇਟੀ ਵਿੱਚ ਡਾਕਟਰ ਲਖਵਿੰਦਰ ਸਿੰਘ ਜੌਹਲ (ਕਨਵੀਨਰ), ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫ਼ੈਸਰ ਡਾ. ਅਮਰਜੀਤ ਸਿੰਘ ਅਤੇ ਉੱਘੀ ਲੇਖਿਕਾ ਹਰਪ੍ਰੀਤ ਕੌਰ ਸੰਧੂ (ਪਟਿਆਲਾ) ਸ਼ਾਮਿਲ ਸਨ। ਉਹਨਾਂ ਦੱਸਿਆ ਕਿ ਜਲਦੀ ਹੀ ਇੱਕ ਸਮਾਗਮ ਕਰਕੇ ਇਹ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ।

ਸੀਐਮ ਦੀ ‘ਸ਼ੁਕਰਾਨਾ ਯਾਤਰਾ’ ਦਾ ਅੱਜ ਹੈ ਦੂਜਾ ਦਿਨ

ਅੰਮਿ੍ਰਤਸਰ/ਬਿਊਰੋ ਨਿਊਜ਼  

ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਮਾਮਲਿਆਂ ਸਬੰਧੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਪਾਸ ਕਰਨ ਉਪਰੰਤ ਆਰੰਭੀ ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਤੋਂ ਬਾਅਦ ਸੀਐਮ ਨੇ ਸੂਚਨਾ ਕੇਂਦਰ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਮੀਡੀਆ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਬੇਅਦਬੀਆਂ ਸਬੰਧੀ ਸਰਕਾਰ ਵਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਪਾਸ ਕੀਤਾ ਗਿਆ ਹੈ ਅਤੇ ਅੱਜ ਗੁਰੂ ਘਰ ਆ ਕੇ ਸ਼ੁਕਰਾਨਾ ਕੀਤਾ ਹੈ ਤੇ ਅਰਦਾਸ ਕੀਤੀ ਹੈ ਕਿ ਇਸੇ ਤਰ੍ਹਾਂ ਪੰਜਾਬ ਦੀ ਸੇਵਾ ਕਰਦਾ ਰਹਾਂ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਜਲਦ ਹੋਣੀਆਂ ਚਾਹੀਦੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡਾਕਟਰ ਅਜੇ ਗੁਪਤਾ, ਵਿਧਾਇਕਾ ਜੀਵਨਜੋਤ ਕੌਰ ਅਤੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਸਣੇ ਆਮ ਆਦਮੀ ਪਾਰਟੀ ਦੇ ਕਈ ਹੋਰ ਆਗੂ ਵੀ ਹਾਜ਼ਰ ਸਨ। ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਅੰਮਿ੍ਰਤਸਰ ’ਚ ਦਾਖਲ ਹੋਣ ਮੌਕੇ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਵੀ ਕੀਤਾ ਗਿਆ। 

 

 

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਕਿਹਾ : ਬੇਅਦਬੀ ਮਾਮਲੇ ’ਚ ਕੋਈ ਮਾਨਸਿਕ ਰੋਗੀ ਸ਼ਾਮਲ ਹੋਇਆ ਤਾਂ ਪਰਿਵਾਰ ’ਤੇ ਦਰਜ ਹੋਵੇਗਾ ਕੇਸ 

ਜਲੰਧਰ/ਬਿਊਰੋ ਨਿਊਜ਼ 

ਜਲੰਧਰ ਤੋਂ ‘ਸ਼ੁਕਰਾਨਾ ਯਾਤਰਾ’ ਦੇ ਦੂਜੇ ਦਿਨ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਜੇ ਕੋਈ ਵਿਅਕਤੀ ਮਾਨਸਿਕ ਤੌਰ ’ਤੇ ਬਿਮਾਰ ਪਾਇਆ ਜਾਂਦਾ ਹੈ, ਤਾਂ ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਅਜਿਹਾ ਨਹੀਂ ਚੱਲੇਗਾ ਕਿ ਘਰੋਂ ਕਿਸੇ ਮਾਨਸਿਕ ਰੋਗੀ ਨੂੰ ਸਿਖਾ-ਪੜ੍ਹਾ ਕੇ ਬੇਅਦਬੀ ਕਰਨ ਲਈ ਬਾਹਰ ਭੇਜ ਦਿੱਤਾ ਜਾਵੇ ਅਤੇ ਪਰਿਵਾਰ ਖ਼ੁਦ ਨੂੰ ਇਸ ਤੋਂ ਦੂਰ ਕਰ ਲਵੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਪਰਿਵਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਤੇ ਪੰਜਾਬ ਵਿੱਚ ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਲੰਘੇ ਕੱਲ੍ਹ 6 ਮਈ ਨੂੰ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਤੋਂ ਕੀਤੀ ਹੈ ਅਤੇ ਇਹ ਯਾਤਰਾ 9 ਮਈ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਣੀ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.