Monday, 20 April 2026

ਸੂਬਾ ਸਰਕਾਰ ਨੇ 14 ਦਸੰਬਰ ਨੂੰ ਡਰਾਈ ਡੇਅ ਐਲਾਨਿਆ

ਚੰਡੀਗੜ੍ਹ/ਬਿਊਰੋ ਲਿਊਜ਼ 

ਪੰਜਾਬ ਵਿਚ ਆਉਂਦੀ 14 ਦਸੰਬਰ ਦਿਨ ਐਤਵਾਰ ਨੂੰ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਲਈ ਵੋਟਾਂ ਪੈਣੀਆਂ ਹਨ। ਜਿਸ ਨੂੰ ਲੈ ਕੇ ਸਰਕਾਰ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਐਤਵਾਰ ਨੂੰ ਪੈਣ ਵਾਲੀਆਂ ਵੋਟਾਂ ਦੇ ਨਤੀਜੇ 17 ਦਸੰਬਰ ਦਿਨ ਬੁੱਧਵਾਰ ਨੂੰ ਐਲਾਨੇ ਜਾਣਗੇ। ਇਸਦੇ ਚੱਲਦਿਆਂ ਸਰਕਾਰ ਨੇ ਇਹ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ 14 ਦਸੰਬਰ ਨੂੰ ਡਰਾਈ ਡੇਅ ਐਲਾਨ ਦਿੱਤਾ ਹੈ। ਇਸ ਸਮੇਂ ਦੌਰਾਨ ਸ਼ਰਾਬ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਰਹੇਗੀ ਅਤੇ ਰੈਸਟੋਰੈਂਟ ਤੇ ਕਲੱਬਾਂ ਵਿਚ ਸ਼ਰਾਬ ਪਰੋਸਣ ਜਾਂ ਵੇਚਣ ਦੀ ਵੀ ਇਜ਼ਾਜਤ ਨਹੀਂ ਹੋਵੇਗੀ। ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਨਿਰਦੇਸ਼ ਪੰਜਾਬ ਦੀਆਂ ਉਨ੍ਹਾਂ ਸਾਰੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਪਿੰਡਾਂ ਦੇ ਮਾਲੀਆ ਖੇਤਰਾਂ ਵਿਚ ਲਾਗੂ ਹੋਵੇਗਾ, ਜਿੱਥੇ ਚੋਣਾਂ ਹੋ ਰਹੀਆਂ ਹਨ।

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 10 ਦਿਨਾਂ ਬਾਅਦ ਜਪਾਨ ਅਤੇ ਉਤਰੀ ਕੋਰੀਆ ਤੋਂ ਵਾਪਸ ਪਰਤ ਆਏ ਹਨ। ਮੁੱਖ ਮੰਤਰੀ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕੀਤੀ ਹੈ। ਇਸ ਮੌਕੇ ਸੀਐਮ ਮਾਨ ਨੇ ਜਪਾਨ ਅਤੇ ਉਤਰੀ ਕੋਰੀਆ ਵਿਚ ਕੰਪਨੀਆਂ ਅਤੇ ਮੰਤਰੀਆਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਈ ਕੰਪਨੀਆਂ ਪੰਜਾਬ ਦੇ ਮੋਹਾਲੀ ਵਿਚ ਇਨਵੈਸਟ ਕਰਨ ਲਈ ਤਿਆਰ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਈ ਕੰਪਨੀਆਂ ਨੇ ਮੋਹਾਲੀ ਨੂੰ ਆਈ.ਟੀ. ਹੱਬ ਬਣਾਉਣ ਵਿਚ ਯੋਗਦਾਨ ਦੇਣ ਲਈ ਕਿਹਾ ਹੈ। ਧਿਆਨ ਰਹੇ ਕਿ ਸੀਐਮ ਭਗਵੰਤ ਮਾਨ 10 ਦਿਨਾਂ ਦੇ ਵਿਦੇਸ਼ ਦੌਰੇ ’ਤੇ ਜਪਾਨ ਅਤੇ ਉਤਰੀ ਕੋਰੀਆ ਗਏ ਸਨ। ਪੰਜਾਬ ਦੇ ਉਦਯੋਗਪਤੀ ਸੰਜੀਵ ਗੁਪਤਾ, ਚੀਫ ਸੈਕਟਰੀ ਕੇ.ਏ.ਪੀ. ਸਿਨਹਾ ਅਤੇ ਇਨਵੈਸਟਮੈਂਟ ਪ੍ਰਮੋਸ਼ਨ ਨਾਲ ਜੁੜੇ ਹੋਏ ਸੀਨੀਅਰ ਅਧਿਕਾਰੀ ਵੀ ਮੁੱਖ ਮੰਤਰੀ ਨਾਲ ਦੌਰੇ ’ਤੇ ਗਏ ਸਨ ਅਤੇ  ਇਸ ਦੌਰੇ ਦਾ ਉਦੇਸ਼ ਪੰਜਾਬ ਵਿਚ ਨਿਵੇਸ਼ ਨੂੰ ਵਧਾਉਣਾ ਹੈ।

ਕਿਹਾ : ਮੁੱਖ ਮੰਤਰੀ ਬਣਨ ਲਈ ਕਰ ਰਹੇ ਹਨ ਨੌਨਸੈਂਸ ਗੱਲਾਂ

ਜਲੰਧਰ/ਬਿਊਰੋ ਨਿਊਜ਼

ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਅਤੇ ਹੁਣ ਭਾਜਪਾਈ ਬਣੇ ਕੈਪਟਨ ਅਮਰਿੰਦਰ ਸਿੰਘ ਨੇ ਡਾ. ਨਵਜੋਤ ਕੌਰ ਸਿੱਧੂ ਦੇ 500 ਕਰੋੜ ਰੁਪਏ ਵਾਲੇ ਬਿਆਨ ’ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਦਾ ਬਿਆਨ ਬਹੁਤ ਹੀ ਹਲਕੇ ਪੱਧਰ ਦਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸਿੱਧੂ ਜੋੜਾ ਕਹਿ ਰਿਹਾ ਹੈ ਕਿ ਸਾਨੂੰ ਮੁੱਖ ਮੰਤਰੀ ਬਣਾ ਦਿਓ ਤਾਂ ਅਸੀਂ ਰਾਜਨੀਤੀ ਵਿਚ ਐਕਟਿਵ ਹੋਣ ਲਈ ਤਿਆਰ ਹਾਂ। ਕੈਪਟਨ ਨੇ ਕਿਹਾ ਇਹ ਦੋਵੇਂ ਹਸਬੈਂਡ-ਵਾਈਫ ਅਨਸਟੇਬਲ ਲੱਗਦੇ ਹਨ। ਕੈਪਟਨ ਨੇ ਕਿਹਾ ਕਿ ਇਹ ਕੁਝ ਵੀ ਬੋਲ ਜਾਂਦੇ ਹਨ ਅਤੇ ਇਨ੍ਹਾਂ ਦਾ ਕੋਈ ਸਟੈਂਡ ਨਹੀਂ ਹੈ। ਜਦੋਂ ਕੈਪਟਨ ਅਮਰਿੰਦਰ ਨੂੰ ਕਾਂਗਰਸ ਛੱਡਣ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਕਈ ਕੰਮ ਮੇਰੇ ਨਾਲ ਗਲਤ ਕੀਤੇ ਅਤੇ ਫਿਰ ਮੈਂ ਭਾਜਪਾ ਵਿਚ ਸ਼ਾਮਲ ਹੋ ਗਿਆ। ਕੈਪਟਨ ਨੇ ਕਿਹਾ ਕਿ ਉਹ ਅੱਜ ਵੀ ਕਾਂਗਰਸ ਨੂੰ ਮਿਸ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਭਾਜਪਾ ਇਕੱਲੇ ਤੌਰ ’ਤੇ ਚੋਣਾਂ ਲੜ ਕੇ ਜਿੱਤ ਨਹੀਂ ਸਕਦੀ। 

ਹਾਈਕੋਰਟ ਨੇ ਦਿੱਤੇ ਆਦੇਸ਼ - ਅਕਾਲੀ ਦਲ ਨੇ ਕੀਤੀ ਸੀ ਸ਼ਿਕਾਇਤ

ਪਟਿਆਲਾ/ਬਿਊਰੋ ਨਿਊਜ਼ 

ਪੰਜਾਬ ਵਿਚ ਪਟਿਆਲਾ ਪੁਲਿਸ ਦੀ ਕਥਿਤ ਆਡੀਓ ਰਿਕਾਰਡਿੰਗ ਦੀ ਚੰਡੀਗੜ੍ਹ ਲੈਬ ਵਿਚ ਜਾਂਚ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਸ ਮਾਮਲੇ ਸਬੰਧੀ ਹੋਈ ਸੁਣਵਾਈ ਦੇ ਦੌਰਾਨ ਇਹ ਨਿਰਦੇਸ਼ ਦਿੱਤੇ ਗਏ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਕਾਲ ਰਿਕਾਰਡਿੰਗ ਪੋੋਸਟ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇਹ ਕਾਲ ਰਿਕਾਰਡਿੰਗ ਪਟਿਆਲਾ ਪੁਲਿਸ ਦੀ ਕਾਨਫਰੰਸ ਕਾਲ ’ਤੇ ਹੋਈ ਮੀਟਿੰਗ ਦੀ ਹੈ। ਜਿਸ ਵਿਚ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ, ਡੀ.ਐਸ. ਪੀਜ਼. ਨੂੰ ਅਕਾਲੀ ਉਮੀਦਵਾਰਾਂ ਨਾਲ ਨਾਮਜ਼ਦਗੀ ਭਰਨ ਸਮੇਂ ਧੱਕੇਸ਼ਾਹੀ ਕਰਨ ਲਈ ਕਹਿ ਰਹੇ ਹਨ। ਹਾਲਾਂਕਿ ਪਟਿਆਲਾ ਪੁਲਿਸ ਨੇ ਇਸ ਨੂੰ ਫੇਕ ਕਹਿ ਕੇ ਖਾਰਜ ਕਰ ਦਿੱਤਾ ਸੀ। ਉਧਰ ਦੂਜੇ ਪਾਸੇ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਹੀ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਛੁੱਟੀ ’ਤੇ ਚਲੇ ਗਏ ਹਨ। ਇਸ ਦੌਰਾਨ ਸੰਗਰੂਰ ਦੇ ਐਸਐਸਪੀ ਸਰਤਾਜ ਚਾਹਲ ਪਟਿਆਲਾ ਦੀ ਪੁਲਿਸ ਪ੍ਰਸ਼ਾਸ਼ਨ ਦਾ ਕੰਮਕਾਜ ਸੰਭਾਲਣਗੇ।  

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਡੀਓ ਲੀਕ ਮਾਮਲੇ ਦੀ ਜਾਂਚ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਕੰਮ ’ਚ ਕਿਸੇ ਤਰ੍ਹਾਂ ਦੇ ਦਖਲ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਰਾਜ ਚੋਣ ਕਮਿਸ਼ਨ ਦੀ ਭੂਮਿਕਾ ਨਿਰਪੱਖ ਹੀ ਨਹੀਂ ਹੋਣੀ ਚਾਹੀਦੀ ਬਲਕਿ ਇਹ ਨਿਰਪੱਖਤਾ ਸਪਸ਼ਟ ਰੂਪ ’ਚ ਨਜ਼ਰ ਵੀ ਆਉਣੀ ਚਾਹੀਦੀ ਹੈ। ਅਦਾਲਤ ਦੇ ਫੈਸਲੇ ਅਨੁਸਾਰ ਹੁਣ ਆਡੀਓ ਕਲਿੱਪ ਦੀ ਜਾਂਚ ਚੰਡੀਗੜ੍ਹ ਦੀ ਲੈਬ ’ਚ ਹੋਣ ਦੀ ਥਾਂ ਪੰਜਾਬ ਦੀ ਸੂਬਾਈ ਲੈਬ ਵਿਚ ਹੀ ਹੋਵੇਗੀ। ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 22 ਦਸੰਬਰ ’ਤੇ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਇਕ ਕਾਲ ਰਿਕਾਰਡਿੰਗ ਪੋੋਸਟ ਕੀਤੀ ਗਈ ਸੀ। ਇਸ ਸਬੰਧੀ ਹਾਈਕੋਰਟ ਵਿਚ ਪਾਈ ਪਟੀਸ਼ਨ ਵਿਚ ਦਾਅਵਾ ਕੀਤਾ ਸੀ ਕਿ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ, ਡੀ.ਐਸ. ਪੀਜ਼. ਨੂੰ ਅਕਾਲੀ ਉਮੀਦਵਾਰਾਂ ਨਾਲ ਧੱਕੇਸ਼ਾਹੀ ਕਰਨ ਲਈ ਕਹਿ ਰਹੇ ਹਨ। 

ਸੰਤ ਸੀਚੇਵਾਲ ਨੇ ਪੀਐਮ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕੀਤੀ ਪਹਿਲਕਦਮੀ

ਜਲੰਧਰ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਯਾਦ ’ਚ ਭਾਰਤ ਸਰਕਾਰ ਵਲੋਂ ਕੌਮੀ ਪੱਧਰ ’ਤੇ ਮਨਾਏ ਜਾਂਦੇ ‘ਵੀਰ ਬਾਲ ਦਿਵਸ’ ਦਾ ਨਾਮ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਲਈ ਸਾਰੇ ਸਿੱਖ ਸੰਸਦ ਮੈਂਬਰਾਂ ਨੂੰ ਪੱਤਰ ਲਿਖਿਆ ਸੀ। ਇਸ ਪੱਤਰ ’ਤੇ ਪਹਿਲਕਦਮੀ ਕਰਦਿਆਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਤੋਂ ਪਹਿਲਾਂ ‘ਵੀਰ ਬਾਲ ਦਿਵਸ’ ਦਾ ਨਾਮ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਿਆ ਜਾਵੇ। ਸੰਤ ਸੀਚੇਵਾਲ ਹੋਰਾਂ ਨੇ ਕਿਹਾ ਕਿ ਜਦੋਂ ਭਾਰਤ ਸਰਕਾਰ ਨੇ ਇਸ ਕੌਮੀ ਸ਼ਹਾਦਤ ਦਾ ਨਾਮ ‘ਵੀਰ ਬਾਲ ਦਿਵਸ’ ਰੱਖਿਆ ਸੀ ਤਾਂ ਉਸ ਦਿਨ ਤੋਂ ਹੀ ਸਿੱਖ ਭਾਈਚਾਰੇ ਵਲੋਂ ਇਤਰਾਜ਼ ਆਉਣੇ ਸ਼ੁਰੂ ਹੋ ਗਏ ਸਨ।

ਸੀਐਮ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਬੈਂਸ ਦਾ ਜ਼ਿਲ੍ਹਾ ਵੀ ਇਸ ’ਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਉਚਾ ਚੁੱਕਣ ਦੇ ਦਾਅਵੇ ਤਾਂ ਕਰ ਰਹੀ ਹੈ, ਪਰ ਬੱਚਿਆਂ ਦੇ ਮਾਪਿਆਂ ਦਾ ਮੋਹ ਸਰਕਾਰੀ ਸਕੂਲਾਂ ਤੋਂ ਭੰਗ ਹੁੰਦਾ ਜਾ ਰਿਹਾ ਹੈ। ਮੀਡੀਆ ’ਚ ਆਈ ਜਾਣਕਾਰੀ ਦੇ ਮੁਤਾਬਕ ਸਰਕਾਰੀ ਸਕੂਲਾਂ ਵਿਚ ਹੋਣ ਵਾਲੇ ਦਾਖਲਿਆਂ ਦੇ ਗਰਾਫ ਵਿਚ ਗਿਰਾਵਟ ਆ ਰਹੀ ਹੈ। ਪਿਛਲੇ ਸਾਲ ਦੀ ਤੁਲਣਾ ਵਿਚ ਇਸ ਸਾਲ ਪ੍ਰੀ-ਪਾਇਮਰੀ ਤੋਂ ਪੰਜਵੀਂ ਜਮਾਤ ਵਿਚ ਦਾਖਲੇ ਲੈਣ ਵਾਲੇ ਵਿਦਿਆਰਥੀਆਂ ਦੀ ਸੰਖਿਆ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ 23 ਜ਼ਿਲ੍ਹਿਆਂ ਵਿਚੋਂ 17 ਜ਼ਿਲ੍ਹਿਆਂ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿਚ ਕਮੀ ਆਈ ਹੈ ਅਤੇ ਸਿਰਫ 6 ਜ਼ਿਲ੍ਹਿਆਂ ਵਿਚ ਹੀ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਪਣੇ-ਆਪਣੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵੀ ਘਟੀ ਹੈ। 

ਡਾ. ਨਵਜੋਤ ਕੌਰ ਸਿੱਧੂ ਨੇ ਰੰਧਾਵਾ ਦੇ ਕਾਨੂੰਨੀ ਨੋਟਿਸ ਦਾ ਦਿੱਤਾ ਜਵਾਬ

ਚੰਡੀਗੜ੍ਹ/ਬਿਊਰੋ ਨਿਊਜ਼ 

ਕਾਂਗਰਸ ਪਾਰਟੀ ਵਿਚੋਂ ਮੁਅੱਤਲ ਕੀਤੀ ਜਾ ਚੁੱਕੀ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਭੇਜੇ ਗਏ ਕਾਨੂੰਨੀ ਨੋਟਿਸ ਨੂੰ ਸਖਤੀ ਨਾਲ ਰੱਦ ਕਰ ਦਿੱਤਾ ਹੈ। ਡਾ. ਸਿੱਧੂ ਨੇ ਇਸ ਨੋਟਿਸ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਹ ਆਪਣੇ ਹਰ ਬਿਆਨ ’ਤੇ ਕਾਇਮ ਹਨ। ਡਾ. ਸਿੱਧੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਰੰਧਾਵਾ ਨੇ ਨੋਟਿਸ ਵਾਪਸ ਨਾ ਲਿਆ ਤਾਂ ਉਹ ਖੁਦ ਕਾਨੂੰਨੀ ਕਾਰਵਾਈ ਸ਼ੁਰੂ ਕਰਨਗੇ। ਨੋਟਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਲੰਘੀ 7 ਅਤੇ 8 ਦਸੰਬਰ ਨੂੰ ਡਾ. ਨਵਜੋਤ ਕੌਰ ਸਿੱਧੂ ਨੇ ਜਨਤਕ ਤੌਰ ’ਤੇ ਰੰਧਾਵਾ ਖਿਲਾਫ ਭਿ੍ਰਸ਼ਟਾਚਾਰ ਵਿਚ ਸ਼ਾਮਲ ਹੋਣ ਦੇ ਇਲਜ਼ਾਮ ਲਗਾਏ ਸਨ, ਜਿਸ ਵਿਚ ਪੈਸੇ ਦੇ ਬਦਲੇ ਪਾਰਟੀ ਦੀਆਂ ਟਿਕਟਾਂ ਵੰਡਣ ਦੇ ਕਥਿਤ ਇਲਜ਼ਾਮ ਸ਼ਾਮਲ ਹਨ।  

ਐਡਵੋਕੇਟ ਧਾਮੀ ਨੇ ਮੀਟਿੰਗ ਤੋਂ ਬਾਅਦ ਦਿੱਤੀ ਜਾਣਕਾਰੀ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵਲੋਂ ਦਰਜ ਕੀਤੇ ਪੁਲਿਸ ਕੇਸ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ੋ੍ਰਮਣੀ ਕਮੇਟੀ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿੱਧੀ ਚੁਣੌਤੀ ਤੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰਾਰ ਦਿੱਤਾ ਹੈ। ਅੰਮਿ੍ਰਤਸਰ ’ਚ ਹੋਈ ਅੰਤਿੰ੍ਰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਮਾਮਲਾ ਪਾਵਨ ਸਰੂਪਾਂ ਦੀ ਬੇਅਦਬੀ ਦਾ ਨਹੀਂ, ਸਗੋਂ ਹੇਰਾਫੇਰੀ ਨਾਲ ਸੰਬੰਧਿਤ ਹੈ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਇੱਕ ਮੈਂਬਰੀ ਜਾਂਚ ਕਮੇਟੀ ਵੱਲੋਂ ਇਸ ਦੀ ਜਾਂਚ ਕੀਤੀ ਗਈ ਸੀ ਅਤੇ ਜਾਂਚ ਰਿਪੋਰਟ ਵਿੱਚ 16 ਵਿਅਕਤੀਆਂ ਨੂੰ ਜਿੰਮੇਵਾਰ ਠਹਿਰਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਕਾਰਵਾਈ ਵੀ ਕੀਤੀ ਗਈ ਸੀ।

ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿੱਚੋਂ ਕੀਤਾ ਗਿਆ ਹੈ ਮੁਅੱਤਲ

ਚੰਡੀਗੜ੍ਹ/ਬਿਊਰੋ ਨਿਊਜ਼        

ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਖੁਲਾਸਾ ਕੀਤਾ ਕਿ ਉਹ ਹਾਈ ਕਮਾਂਡ ਨਾਲ ਗੱਲਬਾਤ ਕਰ ਰਹੀ ਹੈ, ਪਰ ਉਹ ਚੋਰਾਂ ਦਾ ਸਮਰਥਨ ਨਹੀਂ ਕਰੇਗੀ। ਡਾ. ਸਿੱਧੂ ਨੇ ਕਿਹਾ ਕਿ ਉਹ ਪਾਰਟੀ ਨਾਲ ਤਾਂ ਕੰਮ ਕਰ ਸਕਦੀ ਹੈ, ਜੇ ਇਹ ਪਾਰਟੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਪਾਸੇ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਉਹ ਰਾਜਪਾਲ ਨਾਲ ਮੁਲਾਕਾਤ ਲਈ ਗਏ ਸੀ ਤਾਂ ਮੀਡੀਆ ਨੇ ਉਨ੍ਹਾਂ ਦੇ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ।  ਧਿਆਨ ਰਹੇ ਕਿ ਡਾ. ਨਵਜੋਤ ਕੌਰ ਸਿੱਧੂ ਵੱਲੋਂ ਲੰਘੀ 6 ਦਸੰਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਹੋਣੇ ਚਾਹੀਦੇ ਹਨ। ਇਸ ਬਿਆਨ ਨੂੰ ਲੈ ਕੇ ਉਹ ਵਿਵਾਦਾਂ ਵਿੱਚ ਚੱਲ ਰਹੇ ਹਨ। ਡਾ. ਨਵਜੋਤ ਕੌਰ ਸਿੱਧੂ ਦੇ ਇਸ ਬਿਆਨ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਵੀ ਸਿਆਸਤ ਗਰਮਾਈ ਹੋਈ ਹੈ। ਇਸੇ ਦੌਰਾਨ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਸੀ।  ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜ ਦਿੱਤਾ ਹੈ। ਧਿਆਨ ਰਹੇ ਕਿ ਡਾ. ਸਿੱਧੂ ਨੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਵੀ ਕਈ ਇਲਜ਼ਾਮ ਲਗਾਏ ਸਨ। 

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਕਾਂਗਰਸ ਵਿਚ ਕਲੇਸ਼ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੁਣ 19 ਦਸੰਬਰ ਨੂੰ ਪਿ੍ਰਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਨਗੇ। ਸਿੱਧੂ ਹਾਈਕਮਾਨ ਦੀ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਆਪਣਾ ਪੱਖ ਰੱਖਣਾ ਚਾਹੁੰਦੇ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਟਿੱਪਣੀ ਕੀਤੀ ਸੀ ਕਿ ਮੁੱਖ ਮੰਤਰੀ ਦੀ ਕੁਰਸੀ ਲੈਣ ਲਈ 500 ਕਰੋੜ ਰੁਪਏ ਦੇਣੇ ਪੈਂਦੇ ਹਨ। ਇਸੇ ਦੌਰਾਨ ਉਨ੍ਹਾਂ ਨੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖਿਲਾਫ ਵੀ ਟਿੱਪਣੀਆਂ ਕੀਤੀਆਂ ਸਨ। ਡਾ. ਸਿੱਧੂ ਦੇ ਇਸ ਬਿਆਨ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਹਲਚਲ ਵਧ ਗਈ ਸੀ ਅਤੇ ਇਸ ਤੋਂ ਬਾਅਦ ਡਾ. ਸਿੱਧੂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਧਰ ਦੂਜੇ ਪਾਸੇ ਰਾਜਾ ਵੜਿੰਗ ਵੀ ਦਿੱਲੀ ਪਹੁੰਚ ਗਏ ਅਤੇ ਉਨ੍ਹਾਂ ਨੇ ਵੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਹਨ।  

ਵਲਟੋਹਾ ਸਣੇ 5 ਸਿੱਖ ਆਗੂਆਂ ਨੂੰ ਸੁਣਾਈ ਗਈ ਹੈ ਧਾਰਮਿਕ ਸਜ਼ਾ

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲੰਘੇ ਕੱਲ੍ਹ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ ਸੀ ਅਤੇ ਇਸ ਇਕੱਤਰਤਾ ਦੌਰਾਨ ਵਿਰਸਾ ਸਿੰਘ ਵਲਟੋਹਾ ਸਣੇ 5 ਸਿੱਖ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਜੋੜਾ ਘਰ ਵਿਚ ਸੰਗਤ ਦੇ ਜੋੜੇ ਸਾਫ ਕਰਨ ਅਤੇ ਲੰਗਰ ਹਾਲ ਵਿਚ ਸੰਗਤ ਦੇ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਇਨ੍ਹਾਂ 5 ਸਿੱਖ ਆਗੂਆਂ ’ਤੇ ਸਿੱਖ ਮਰਿਆਦਾ ਅਤੇ ਪੰਥਕ ਮਰਿਆਦਾ ਦਾ ਉਲੰਘਣ ਕਰਨ ਦਾ ਇਲਜ਼ਾਮ ਹੈ। ਇਨ੍ਹਾਂ 5 ਆਗੂਆਂ ਵਿਚ ਵਿਰਸਾ ਸਿੰਘ ਵਲਟੋਹਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ, ਹਰਿੰਦਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਸ਼ਾਮਲ ਹਨ। ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਪੰਥਕ ਮਰਿਆਦਾ ਦਾ ਪਾਲਣ ਕਰਨਾ ਸਾਰਿਆਂ ਲਈ ਜ਼ਰੂਰੀ ਹੈ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.