Sunday, 19 April 2026

ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਹਾਜ਼ਰੀ ਵਿਚ ਚੀਮਾ ਪਾਰਟੀ ’ਚ ਹੋਏ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸ਼ਾਮਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਜਗਦੀਪ ਸਿੰਘ ਚੀਮਾ ਦਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸੇਵਾਵਾਂ ਨਿਭਾ ਰਿਹਾ ਸੀ। ਪਰ ਪਿਛਲੇ ਦਿਨੀ ਜਗਦੀਪ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਇਸ ਮੌਕੇ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨਾ ਤਾਂ ਪੰਥਕ ਹੈ ਅਤੇ ਨਾ ਹੀ ਉਸ ਵਿੱਚ ਅਕਾਲੀਪਣ ਹੈ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਆਪਣੇ ਦਮ ਉੱਤੇ ਸਾਰੀਆਂ 117 ਸੀਟਾਂ ਉੱਤੇ ਉਮੀਦਵਾਰ ਉਤਾਰੇਗੀ ਅਤੇ ਸਰਕਾਰ ਬਣਾਉਣ ਵਿੱਚ ਕਾਮਯਾਬ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਆਪਣੇ ਦਮ ਉੱਤੇ ਸਰਕਾਰ ਬਣਾ ਕੇ ਰਹੇਗੀ।

ਸੀਐਮ ਭਗਵੰਤ ਮਾਨ ਨੇ ਨਸ਼ਾ ਤਸਕਰਾਂ ’ਤੇ ਨਸਲਕੁਸ਼ੀ ਦੇ ਕੇਸ ਚਲਾਉਣ ਦੀ ਕੀਤੀ ਵਕਾਲਤ 

ਬਠਿੰਡਾ/ਬਿਊਰੋ ਨਿਊਜ਼     

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਾਲਝਰਾਣੀ ਵਿਚ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਨਅਤੀ ਖੇਤਰ ਰਾਹੀਂ 4 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦੀ ਨਸ਼ੇ ਨੂੰ ਘਰ-ਘਰ ਪਹੁੰਚਾਉਣ ਲਈ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਵੱਡੇ ਸਿਆਸੀ ਆਗੂ ਵੀ ਇਸ ਧੰਦੇ ਵਿਚ ਸ਼ਾਮਲ ਸਨ ਅਤੇ ਅਜਿਹਿਆਂ ਵਿਚੋਂ ਇਕ ਚਰਚਿਤ ਨੇਤਾ ਵੀ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ 3 ਹਜ਼ਾਰ ਤੋਂ ਵੀ ਜ਼ਿਆਦਾ ਨਵੇਂ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਇਨ੍ਹਾਂ ਖੇਡ ਮੈਦਾਨਾਂ ਵਿਚ ਅਤਿ ਆਧੁਨਿਕ ਸਹੂਲਤਾਂ ਵੀ ਮਿਲਣਗੀਆਂ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ’ਤੇ ਨਸਲਕੁਸ਼ੀ ਦੇ ਕੇਸ ਚੱਲਣੇ ਚਾਹੀਦੇ ਹਨ। ਇਸ ਸਮਾਗਮ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂ ਵੀ ਹਾਜ਼ਰ ਸਨ। 

ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਜਾਣਕਾਰੀ ਕੀਤੀ ਗਈ ਸਾਂਝੀ
ਅੰਮਿ੍ਰਤਸਰ/ਬਿਊਰੋ ਨਿਊਜ਼
ਬੀਐੱਸਐੱਫ ਨੇ ਪੰਜਾਬ ਦੀ ਸਰਹੱਦ ’ਤੇ ਹੈਰੋਇਨ ਦੀ ਵੱਡੀ ਖੇਪ, ਆਈਸ ਡਰੱਗ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੀਤੇ ਗਏ ਦੋ ਵੱਡੇ ਆਪ੍ਰੇਸ਼ਨਾਂ ਵਿੱਚ ਚੌਕਸ ਬੀਐੱਸਐਫ ਦੇ ਜਵਾਨਾਂ ਨੇ ਅੰਮਿ੍ਰਤਸਰ ਸਰਹੱਦ ’ਤੇ ਵੱਡੀ ਮਾਤਰਾ ਵਿੱਚ ਹੈਰੋਇਨ, ਆਈਸ ਡਰੱਗ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਕੱਲ੍ਹ ਸ਼ਾਮ ਇੱਕ ਸ਼ੱਕੀ ਡਰੋਨ ਦੀ ਗਤੀਵਿਧੀ ਨੂੰ ਦੇਖਿਆ ਗਿਆ ਸੀ ਜਿਸ ਤੋਂ ਬਾਅਦ ਬੀਐੱਸਐੱਫ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸਦੇ ਨਤੀਜੇ ਵਜੋਂ ਪਿੰਡ ਭੈਣੀ ਰਾਜਪੂਤਾਂ ਨੇੜੇ ਇੱਕ ਖੇਤੀ ਵਾਲੀ ਜ਼ਮੀਨ ਵਿੱਚੋਂ ਇਕ ਵੱਡਾ ਪੈਕੇਟ ਬਰਾਮਦ ਕੀਤਾ। ਇਸ ਵਿੱਚ 3 ਛੋਟੇ ਪਲਾਸਟਿਕ ਦੇ ਡੱਬੇ ਆਈਸ ਡਰੱਗ ਦੇ ਸਨ, ਜਿਸ ਵਿੱਚ ਕਰੀਬ 3 ਕਿਲੋਗ੍ਰਾਮ ਆਈਸ ਡਰੱਗ ਸੀ। ਦੂਜੀ ਘਟਨਾ ਵਿੱਚ ਅੰਮਿ੍ਰਤਸਰ ਦੇ ਸਰਹੱਦੀ ਖੇਤਰ ਵਿੱਚ ਬੀਐੱਸਐੱਫ ਦੇ ਜਵਾਨਾਂ ਨੇ ਅੱਧੀ ਰਾਤ ਨੂੰ ਕੀਤੀ ਕਾਰਵਾਈ ਦੌਰਾਨ ਪਿੰਡ ਅਟਾਰੀ ਨੇੜੇ ਖੇਤ ’ਚੋਂ ਨਸ਼ੇ ਦੇ 3 ਵੱਡੇ ਪੈਕੇਟ ਬਰਾਮਦ ਕੀਤੇ ਹਨ।  ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ ਹੈ।

ਕਈ ਅਹਿਮ ਫੈਸਲੇ ਹੋਣ ਦੀ ਸੰਭਾਵਨਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਂਦੀ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਚੰਡੀਗੜ੍ਹ ’ਚ ਦੁਪਹਿਰੇ ਤਿੰਨ ਵਜੇ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਇਸ ਮੀਟਿੰਗ ’ਚ ਕਈ ਹੋਰ ਅਹਿਮ ਫੈਸਲੇ ਲੈਣ ਦੀ ਵੀ ਸੰਭਾਵਨਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਨ ਅਰੋੜਾ ਵੀ ਰਹੇ ਹਾਜ਼ਰ
ਚੰਡੀਗੜ੍ਹ/ਬਿਊਰੋ ਨਿਊਜ਼  
ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ, ਮੰਤਰੀ  ਅਮਨ ਅਰੋੜਾ ਅਤੇ ਮੰਤਰੀ ਸੰਜੀਵ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿੰਦਰ ਗੁਪਤਾ ਦੇ ਕਾਰੋਬਾਰੀ ਅਤੇ ਸਮਾਜਿਕ ਕੰਮਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਗੁਪਤਾ ਰਾਜ ਸਭਾ ਵਿਚ ਪੰਜਾਬ ਦੀ ਆਵਾਜ਼ ਜ਼ਰੂਰ ਬੁਲੰਦ ਕਰਨਗੇ। ਪੰਜਾਬ ਵਿਧਾਨ ਸਭਾ ਵਿਚ ਬਹੁਮਤ ਨੂੰ ਦੇਖਦੇ ਹੋਏ, ਰਜਿੰਦਰ ਗੁਪਤਾ ਦੀ ਜਿੱਤ ਯਕੀਨੀ ਹੈ। ਅਸ਼ੋਕ ਮਿੱਤਲ, ਸੰਜੀਵ ਅਰੋੜਾ, ਵਿਕਰਮਜੀਤ ਸਿੰਘ ਸਾਹਨੀ ਤੋਂ ਬਾਅਦ ਰਾਜ ਸਭਾ ਲਈ ਚੁਣੇ ਜਾਣ ਵਾਲੇ ਰਜਿੰਦਰ ਗੁਪਤਾ ਪੰਜਾਬ ਵਿਚ ‘ਆਪ’ ਦੇ ਚੌਥੇ ਕਾਰੋਬਾਰੀ ਹੋਣਗੇ। ਪੰਜਾਬ ਤੋਂ ਰਾਜ ਸਭਾ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 13 ਅਕਤੂਬਰ ਹੈ। ਨਾਮਜ਼ਦਗੀ ਪੱਤਰਾਂ ਦੀ ਜਾਂਚ 14 ਅਕਤੂਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ 16 ਅਕਤੂਬਰ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ। ਧਿਆਨ ਰਹੇ ਕਿ ਰਾਜ ਸਭਾ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ ਅਤੇ ਨਤੀਜਾ ਵੀ ਉਸੇ ਦਿਨ ਐਲਾਨ ਦਿੱਤਾ ਜਾਵੇਗਾ।  

ਜਵੰਦਾ ਦੇ ਅੰਤਿਮ ਸਸਕਾਰ ’ਚ ਵੱਡੀ ਗਿਣਤੀ ਪ੍ਰਸ਼ੰਸ਼ਕ ਹੋਏ ਸ਼ਾਮਲ

ਜਗਰਾਉਂ/ਬਿਊਰੋ ਨਿਊਜ਼ 

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿਚ ਸਸਕਾਰ ਕੀਤਾ ਗਿਆ। ਪ੍ਰਸ਼ੰਸਕਾਂ ਨੇ ਆਪਣੇ ਚਹੇਤੇ ਗਾਇਕ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਜਵੰਦਾ ਦਾ ਸਸਕਾਰ ਉਸੇ ਮੈਦਾਨ ਵਿਚ ਕੀਤਾ ਗਿਆ, ਜਿੱਥੇ ਰਾਜਵੀਰ ਬਚਪਨ ਵਿਚ ਖੇਡਿਆ ਕਰਦਾ ਸੀ। ਗਾਇਕ ਜਵੰਦਾ ਦੀਆਂ ਅੰਤਿਮ ਰਸਮਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਫਿਲਮ ਤੇ ਕਲਾ ਜਗਤ ਦੀਆਂ ਨਾਮੀ ਹਸਤੀਆਂ ਸ਼ਾਮਲ ਹੋਈਆਂ। ਜ਼ਿਕਰਯੋਗ ਹੈ ਕਿ ਲੰਘੀ 27 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਵਿਚ ਕਸਬਾ ਬੱਦੀ ਦੇ ਨੇੜੇ ਰਾਜਵੀਰ ਜਵੰਦਾ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜਵੰਦਾ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਅਤੇ ਇਲਾਜ ਦੌਰਾਨ ਹੀ ਉਨ੍ਹਾਂ ਦਾ ਲੰਘੇ ਕੱਲ੍ਹ ਬੁੱਧਵਾਰ ਨੂੰ ਸਵੇਰੇ 10 ਵੱਜ ਕੇ 55 ਮਿੰਟ ’ਤੇ ਦਿਹਾਂਤ ਹੋ ਗਿਆ ਸੀ। ਰਾਜਵੀਰ ਜਵੰਦਾ ਦਾ ਪੰਜਾਬੀ ਗਾਇਕੀ ਵਿਚ ਵੱਡਾ ਨਾਮ ਸੀ ਅਤੇ ਉਸ ਨੇ ਕੁਝ ਸਮਾਂ ਪੰਜਾਬ ਪੁਲਿਸ ਵਿਚ ਵੀ ਨੌਕਰੀ ਕੀਤੀ ਸੀ। 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ : ਮਾਨਸਿਕ ਬਿਮਾਰੀਆਂ ਤੋਂ ਪੀੜਤ ਲੋਕਾਂ ਦਾ ਕੀਤਾ ਜਾਵੇਗਾ ਇਲਾਜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਸ਼ੁੱਕਰਵਾਰ ਨੂੰ ਵਿਸ਼ਵ ਮੈਂਟਲ ਹੈਲਥ ਦਿਵਸ ਮੌਕੇ ਪੰਜਾਬ ਦੀ ਮੈਂਟਲ ਹੈਲਥ ਪਾਲਿਸੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਵਿਚ ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਦਿਨੀ ਹੜ੍ਹਾਂ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮਾਨਸਿਕ ਸਦਮਿਆਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਮਾਨਸਿਕ ਤਣਾਅ ਦੇ ਚਲਦਿਆਂ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਂਦੇ ਹਨ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀਆਂ ਦਾ ਇਲਾਜ ਕਰਨ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ। ਮੰਤਰੀ ਨੇ ਇਹ ਵੀ ਕਿਹਾ ਕਿ ਇਸ ਲਈ ਮਨੋਵਿਗਿਆਨੀਆਂ ਦੀ ਮਦਦ ਲੈ ਕੇ ਲੋਕਾਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਗੁਰਦਾਸਪੁਰ/ਬਿਊਰੋ ਨਿਊਜ਼ 

ਕਾਂਗਰਸ ਪਾਰਟੀ ਵਲੋਂ ਪੂਰੇ ਭਾਰਤ ਵਿਚ ‘ਵੋਟ ਚੋਰ ਗੱਦੀ ਛੋੜ’ ਨਾਅਰੇ ਤਹਿਤ ਇਕ ਮੁਹਿੰਮ ਛੇੜੀ ਗਈ ਹੈ। ਰਾਹੁਲ ਗਾਂਧੀ ਵਲੋਂ ਭਾਜਪਾ ਦੁਆਰਾ ਕੀਤੀ ਜਾ ਰਹੀ ਵੋਟ ਚੋਰੀ ਖਿਲਾਫ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿਚ ਵੀ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਇਸ ਮੁੱਦੇ ’ਤੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵੀ ਪਹੁੰਚੇ। ਇਸ ਮੌਕੇ ਬਾਜਵਾ ਨੇ ਬਿਹਾਰ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਉਥੇ 65 ਲੱਖ ਵੋਟਾਂ ਜਾਅਲੀ ਕਹਿ ਕੇ ਨਜਾਇਜ਼ ਤੌਰ ’ਤੇ ਕੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਬਾਜਵਾ ਨੇ ਕਿਹਾ ਕਿ ਬਿਹਾਰ ਵਾਂਗ ਪੰਜਾਬ ਵਿਚ ਵੀ ਵੋਟ ਚੋਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਮੱਦੇਨਜ਼ਰ ਹੀ ਅਸੀਂ ਲੋਕਾਂ ਨੂੰ ਜਾਗਰੂੁਕ ਕਰ ਰਹੇ ਹਾਂ। ਬਾਜਵਾ ਨੇ ਇਹ ਵੀ ਕਿਹਾ ਕਿ ਪੰਜਾਬੀਆਂ ਨੂੰ ਹੁਣ ਪਤਾ ਲੱਗ ਗਿਆ ਹੈ ਕਿ ਕਾਂਗਰਸ ਹੀ ਵਧੀਆ ਤੇ ਸੁਚੱਜਾ ਰਾਜ ਦੇ ਸਕਦੀ ਹੈ।   

 

ਵਰਿੰਦਰ ਘੁੰਮਣ ਨੂੰ ਕਿਹਾ ਜਾਂਦਾ ਸੀ ‘ਆਇਰਨਮੈਨ’

ਅੰਮਿ੍ਰਤਸਰ/ਬਿਊਰੋ ਨਿਊਜ਼ 

ਪੰਜਾਬ ਦੇ ‘ਆਇਰਨਮੈਨ’ ਕਹੇ ਜਾਣ ਵਾਲੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਨੂੰ ਲੈ ਕੇ ਅੰਮਿ੍ਰਤਸਰ ਦੇ ਫੋਰਟਿਸ ਹਸਪਤਾਲ ’ਤੇ ਸਵਾਲ ਉਠ ਰਹੇ ਹਨ। ਦੱਸਣਯੋਗ ਹੈ ਕਿ ਲੰਘੇ ਕੱਲ੍ਹ ਅੰਮਿ੍ਰਤਸਰ ਦੇ ਫੋਰਟਿਸ ਹਸਪਤਾਲ ਵਿਚ ਵਰਿੰਦਰ ਘੁੰਮਣ ਆਪਣੇ ਮੋਢੇ ਦਾ ਅਪਰੇਸ਼ਨ ਕਰਵਾਉਣ ਗਿਆ ਸੀ। ਮੋਢੇ ਦੇ ਅਪ੍ਰਰੇਸ਼ਨ ਦੌਰਾਨ ਹੀ ਵਰਿੰਦਰ ਘੁੰਮਣ ਨੂੰ ਦੋ ਹਾਰਟ ਅਟੈਕ ਆ ਗਏ ਅਤੇ ਉਸਦੀ ਜਾਨ ਚਲੇ ਗਈ। ਇਸਦੇ ਚੱਲਦਿਆਂ ਇਸ ਬਾਡੀ ਬਿਲਡਰ ਦੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਆਰੋਪ ਲਗਾਏ ਹਨ ਅਤੇ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕੀਤੀ ਹੈ। ਵਰਿੰਦਰ ਘੁੰਮਣ ਦੇ ਦੋਸਤਾਂ ਦਾ ਕਹਿਣਾ ਸੀ ਕਿ ਇਕ ਛੋਟੇ ਜਿਹੇ ਅਪਰੇਸ਼ਨ ਲਈ ਆਏ ਸਿਹਤਮੰਦ ਵਿਅਕਤੀ ਦਾ ਸਰੀਰ ਅਚਾਨਕ ਨੀਲਾ ਕਿਸ ਤਰ੍ਹਾਂ ਪੈ ਗਿਆ। ਇਸਦੇ ਚੱਲਦਿਆਂ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਸੀ ਕਿ ਵਰਿੰਦਰ ਘੁੰਮਣ ਨੂੰ ਦੋ ਹਾਰਟ ਅਟੈਕ ਆਏ ਹਨ ਅਤੇ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ, ਪਰ ਉਹ ਠੀਕ ਨਹੀਂ ਹੋ ਸਕਿਆ। ਇਸੇ ਦੌਰਾਨ ਵਰਿੰਦਰ ਘੁੰਮਣ ਦੇ ਜਲੰਧਰ ਸਥਿਤ ਘਰ ਵਿਚ ਮੰਤਰੀ ਮੋਹਿੰਦਰ ਭਗਤ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਸਬੰਧੀ ਸਬੂਤ ਮਿਲੇ ਤਾਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੱਡੀ ਗਿਣਤੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਅੰਮਿ੍ਰਤਸਰ/ਬਿਊਰੋ ਨਿਊਜ਼     

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਸੰਗਤਾਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਗਿਆ ਅਤੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਜਲੌਅ ਸਜਾਏ ਗਏ ਸਨ। ਇਸ ਦੌਰਾਨ ਹੈਲੀਕਾਪਟਰ ਰਾਹੀਂ ਗੁਰੂ ਘਰ ਦੇ ਉੱਪਰ ਫੁੱਲਾਂ ਦੀ ਵਰਖਾ ਵੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਘੇ ਕੱਲ੍ਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਰਤਸਰ ’ਚ ਨਗਰ ਕੀਰਤਨ ਵੀ ਸਜਾਇਆ ਗਿਆ ਸੀ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ ਸੀ। ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਈ ਸੀ। ਇਹ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ ਸੀ। 

ਪਟੀਸ਼ਨ ਵਿਚ ਅਵਾਰਾ ਪਸ਼ੂਆਂ ਨੂੰ ਲੈ ਕੇ ਚੁੱਕੇ ਗਏ ਹਨ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼   

ਨੌਜਵਾਨ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਸੜਕ ਹਾਦਸੇ ਵਿਚ ਹੋਈ ਮੌਤ ਨਾਲ ਜੁੜਿਆ ਇਕ ਮਹੱਤਪੂਰਨ ਮਾਮਲਾ ਹਿਮਾਚਲ ਹਾਈਕੋਰਟ ਪਹੁੰਚ ਗਿਆ ਹੈ। ਇਹ ਮਾਮਲਾ ਸਮਾਜਸੇਵੀ ਅਤੇ ਐਡਵੋਕੇਟ ਨਵਕਿਰਨ ਸਿੰਘ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਰਾਹੀਂ ਹਿਮਾਚਲ ਹਾਈਕੋਰਟ ਵਿਚ ਲਿਆਂਦਾ ਗਿਆ ਹੈ। ਐਡਵੋਕੇਟ ਨਵਕਿਰਨ ਸਿੰਘ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਦਾ ਮੁੱਖ ਮਕਸਦ ਅਵਾਰਾ ਪਸ਼ੂਆਂ ਦੀ ਵਧ ਰਹੀ ਸਮੱਸਿਆ ਵੱਲ ਅਦਾਲਤ ਦਾ ਧਿਆਨ ਦਿਵਾਉਣਾ ਹੈ। ਇਸ ਪਟੀਸ਼ਨ ਰਾਹੀਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਗਏ ਹਨ ਅਤੇ ਕਿਹਾ ਗਿਆ ਹੈ ਕਿ ਜੇਕਰ ਸਰਕਾਰ ਵਲੋਂ ਆਮ ਲੋਕਾਂ ਕੋਲੋਂ ‘ਗਊ ਸੈਸ’ ਲਿਆ ਜਾਂਦਾ ਹੈ ਤਾਂ ਫਿਰ ਇਨ੍ਹਾਂ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੋਈ ਠੋਸ ਹੱਲ ਕਿਉਂ ਨਹੀਂ ਕੀਤਾ ਜਾਂਦਾ। ਧਿਆਨ ਰਹੇ ਕਿ ਨੌਜਵਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਮੋਟਰ ਸਾਈਕਲ ਹਿਮਾਚਲ ਪ੍ਰਦੇਸ਼ ਦੇ ਕਸਬਾ ਬੱਦੀ ਨੇੜੇ ਪਸ਼ੂਆਂ ਨਾਲ ਟਕਰਾ ਗਿਆ ਸੀ। ਇਸ ਹਾਦਸੇ ਵਿਚ ਜਵੰਦਾ ਗੰਭੀਰ ਜ਼ਖ਼ਮੀ ਹੋ ਗਿਆ ਸੀ ਅਤੇ ਇਲਾਜ ਦੌਰਾਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਉਸਦੀ ਮੌਤ ਹੋ ਗਈ ਸੀ। 

ਸੀਐਮ ਮਾਨ ਨੇ ਕਿਹਾ : ਹੁਣ ਪੰਜਾਬ ’ਚ ਨਹੀਂ ਲੱਗਣਗੇ ਪਾਵਰ ਕੱਟ

ਜਲੰਧਰ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਢਾਂਚੇ ਵਿਚ ਸੁਧਾਰ ਲਿਆਉਣ ਲਈ 5 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਹੈ। ਇਹਨਾਂ ਦੋਵੇਂ ਆਗੂਆਂ ਨੇ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਪਹੁੰਚ ਕੇ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿਚ 2500 ਬਿਜਲੀ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ ਅਤੇ ਹੁਣ ਸੂਬੇ ਵਿਚ ਪਾਵਰ ਕੱਟ ਨਹੀਂ ਲੱਗਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਦੀ ਉਤਪਾਦਨ ਸਮਰੱਥਾ ਵਧਾਉਣ ਲਈ ਬਹੁਤ ਵੱਡਾ ਟੀਚਾ ਮਿੱਥਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਬਿਜਲੀ ਦੇ ਖੇਤਰ ਵਿਚ ਵੀ ਬਹੁਤ ਕੰਮ ਹੋਇਆ ਹੈ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪੁਰਾਣੀਆਂ ਸਰਕਾਰਾਂ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਸੂਬੇ ਵਿਚ ਬਿਜਲੀ ਦੇ ਖੇਤਰ ਵਿਚ ਕੋਈ ਕੰਮ ਨਹੀਂ ਕੀਤਾ। ਕੇਜਰੀਵਾਲ ਨੇ ਕਿਹਾ ਕਿ ਸਾਡਾ ਮੁੱਖ ਟੀਚਾ ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਜਲੀ ਦੀ ਸਪਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਗਲੀਆਂ ਗਰਮੀਆਂ ਤੱਕ ਪੰਜਾਬ ਵਿਚ ਪਾਵਰ ਕੱਟ ਬਿਲਕੁਲ ਖਤਮ ਹੋ ਜਾਣਗੇ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.