Saturday, 18 April 2026

ਕਿਹਾ : ਹੜ੍ਹਾਂ ਸਬੰਧੀ ਆਫਤ ਨਾਲ ਨਜਿੱਠਣ ਲਈ ਸਮੂਹ ਪੰਜਾਬੀਆਂ ਨੇ ਦਿਖਾਈ ਇਕਜੁੱਟਤਾ

ਗੁਰਦਾਸਪੁਰ/ਬਿਊਰੋ ਨਿਊਜ਼

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਇਸ ਮੌਕੇ ਰਾਜਪਾਲ ਨੇ ਸੂਬਾ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜ ਜਾਰੀ ਹਨ। ਰਾਜਪਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਕਾਰਜਾਂ ਵਿਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਇਸ ਆਫਤ ਨਾਲ ਨਜਿੱਠਣ ਲਈ ਸਮੂਹ ਪੰਜਾਬੀਆਂ ਨੇ ਇਕਜੁੱਟਤਾ ਦਿਖਾਈ ਹੈ। ਰਾਜਪਾਲ ਕਟਾਰੀਆ ਨੇ ਦੱਸਿਆ ਕਿ ਇਸ ਸੰਕਟ ਦੀ ਘੜੀ ਵਿਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ।

ਨਾਟਕੀ ਢੰਗ ਨਾਲ ਪੁਲਿਸ ਹਿਰਾਸਤ ’ਚੋਂ ਫਰਾਰ ਹੋਇਆ ਪਠਾਨਮਾਜਰਾ

ਪਟਿਆਲਾ/ਬਿਊਰੋ ਨਿਊਜ਼ 

ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ ਬਲਾਤਕਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਪਠਾਨਮਾਜਰਾ ਨੂੰ ਹਰਿਆਣਾ ’ਚ ਪੈਂਦੇ ਕਰਨਾਲ ਦੇ ਡਾਬਰੀ ਪਿੰਡ ’ਚੋਂ ਗਿ੍ਰਫਤਾਰ ਕੀਤਾ ਸੀ, ਪਰ ਵਿਧਾਇਕ ਦੇ ਸਮਰਥਕਾਂ ਵੱਲੋਂ ਕੀਤੀ ਧੱਕਾਮੁੱਕੀ ਦੌਰਾਨ ਉਹ ਪੁਲਿਸ ਹਿਰਾਸਤ ਵਿਚੋਂ ਫਰਾਰ ਹੋ ਗਿਆ। ਪੰਜਾਬ ਤੇ ਹਰਿਆਣਾ ਪੁਲਿਸ ਵੱਲੋਂ ਮਿਲ ਕੇ ਪਠਾਣਮਾਜਰਾ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਦੀ ਟੀਮ ਕਰਨਾਲ ਪੁਲਿਸ ਨੂੰ ਨਾਲ ਲੈ ਕੇ ਪਠਾਨਮਾਜਰਾ ਨੂੰ ਗਿ੍ਰਫਤਾਰ ਕਰਨ ਲਈ ਪਹੁੰਚੀ ਸੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਕਈ ਟੀਮਾਂ ਦੀ ਮੌਜੂਦਗੀ ਦੇ ਬਾਵਜੂਦ, ਵਿਧਾਇਕ ਸਥਾਨਕ ਲੋਕਾਂ ਦੀ ਮਦਦ ਨਾਲ ਭੱਜ ਗਿਆ। ਪਠਾਣਮਾਜਰਾ ਖਿਲਾਫ ਕੇਸ ਅਜਿਹੇ ਮੌਕੇ ਦਰਜ ਕੀਤਾ ਗਿਆ ਹੈ ਜਦੋਂ ‘ਆਪ’ ਵਿਧਾਇਕ ਵੱਲੋਂ ਹੜ੍ਹ ਪ੍ਰਬੰਧਨ ਤੇ ਰਾਹਤ ਕਾਰਜਾਂ ਨੂੰ ਲੈ ਕੇ ਆਪਣੀ ਹੀ ਸਰਕਾਰ ਦੀ ਜਨਤਕ ਤੌਰ ’ਤੇ ਆਲੋਚਨਾ ਕੀਤੀ ਗਈ ਸੀ। 

ਚੰਡੀਗੜ੍ਹ/ਬਿਊਰੋ ਨਿਊਜ਼ 

ਕਈ ਰਾਜਾਂ ਵਿੱਚ ਪੈ ਰਹੇ ਭਾਰੀ ਮੀਂਹ ਦਰਮਿਆਨ ਭਾਰਤੀ ਮੌਸਮ ਵਿਭਾਗ ਵਲੋਂ ਪੰਜਾਬ, ਹਿਮਾਚਲ ਅਤੇ ਜੰਮੂ ਕਸ਼ਮੀਰ ’ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਹੜ੍ਹਾਂ ਦੇ ਕਹਿਰ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਕੁੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਹਨ। ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਦੇ ਵੱਖ-ਵੱਖ ਹਿੱਸਿਆਂ ਵਿਚ ਮੀਂਹ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ ਅਤੇ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਇਸ ਖੇਤਰ ਵਿਚ ਹੋਰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨੂੰ ਦੇਖਦਿਆਂ ਚੰਡੀਗੜ੍ਹ ਦੀ ਸੁਖਨਾ ਝੀਲ ਦੇ ਗੇਟ ਰਿਕਾਰਡ 9ਵੀਂ ਵਾਰ ਖੋਲ੍ਹੇ ਗਏ ਹਨ। 

ਔਖੀ ਘੜੀ ਵਿਚ ਮੱਦਦ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦਾ ਕੀਤਾ ਧੰਨਵਾਦ

ਹੁਸ਼ਿਆਰਪੁਰ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਨੇੜਲੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਮੈਡਮ ਆਸ਼ਿਕਾ ਜੈਨ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਬਿਆਸ ਦਰਿਆ ਦੇ ਨਾਲ ਲੱਗਦੇ ਰਾਹਤ ਕੈਂਪਾਂ ਵਿਚ ਰਹਿ ਰਹੇ ਵਿਅਕਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਭੇਜੀ ਗਈ ਰਾਹਤ ਸਮੱਗਰੀ ਵੀ ਹੜ੍ਹ ਪੀੜਤਾਂ ਨੂੰ ਵੰਡੀ ਅਤੇ ਇਸ ਔਖੀ ਘੜੀ ਵਿਚ ਸਾਥ ਦੇ ਰਹੀਆਂ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਾਸਤੇ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ।

ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆਏ

ਚੰਡੀਗੜ੍ਹ/ਬਿਊਰੋ ਨਿਊਜ਼ 

ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ-ਨਾਲ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ ਕਰਕੇ ਸਮੁੱਚਾ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕਾ ਹੈ। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਅਜਿਹੇ ਹਾਲਾਤ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫਤ ਪ੍ਰਭਾਵੀ ਸੂਬਾ ਐਲਾਨ ਦਿੱਤਾ ਹੈ। ਇਸਦੇ ਨਾਲ ਹੀ ਰਾਹਤ ਕਾਰਜ ਹੋਰ ਤੇਜ਼ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਸੂਬੇ ਦੇ ਦਰਜਨਾਂ ਸ਼ਹਿਰ ਜਲਥਲ ਹੋਏ ਪਏ ਹਨ। ਇਸਦੇ ਨਾਲ ਹੀ ਹਿਮਾਚਲ ਦੀਆਂ ਪਹਾੜੀਆਂ ਵਿੱਚੋਂ ਆ ਰਹੇ ਪਾਣੀ ਕਰਕੇ ਰਾਵੀ ਅਤੇ ਬਿਆਸ ਤੋਂ ਬਾਅਦ ਸਤਲੁਜ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਇਸੇ ਤਰ੍ਹਾਂ ਸਤਲੁਜ ਅਤੇ ਘੱਗਰ ਨਦੀ ਵਿੱਚ ਵੀ ਪਾਣੀ ਵਧਣ ਕਰਕੇ ਮਾਲਵਾ ਖਿੱਤੇ ਦੇ ਲੋਕਾਂ ਦੇ ਮਨਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਪੰਜਾਬ ਦੇ ਕਈ ਇਲਾਕੇ ਪਾਣੀ ’ਚ ਡੁੱਬੇ - ਲੋਕਾਂ ’ਚ ਬਣਿਆ ਸਹਿਮ ਦਾ ਮਾਹੌਲ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਪਿਛਲੇ 24 ਘੰਟਿਆਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਨੇ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅਗਲੇ 24 ਘੰਟੇ ਹੋਰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਪੰਜਾਬ ਦੇ ਕਈ ਇਲਾਕੇ ਪਾਣੀ ਵਿਚ ਡੁੱਬ ਚੁੱਕੇ ਹਨ ਅਤੇ ਹੁਣ ਹੋਰ ਭਾਰੀ ਮੀਂਹ ਦੀ ਚਿਤਾਵਨੀ ਨੇ ਲੋਕਾਂ ’ਚ ਸਹਿਮ ਦਾ ਮਾਹੌਲ ਬਣਾ ਦਿੱਤਾ ਹੈ। ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਗੜ੍ਹਸ਼ੰਕਰ, ਰੋਪੜ ਅਤੇ ਪਟਿਆਲਾ ਸਣੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਭਾਰੀ ਮੀਂਹ ਲਈ ਰੈਡ ਅਲਰਟ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਵਿਚ ਮੱਧਮ ਮੀਂਹ ਪੈਣ ਲਈ ਔਰੈਂਜ ਅਲਰਟ ਵੀ ਜਾਰੀ ਕੀਤਾ ਹੈ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ ਹੈ। ਧਿਆਨ ਰਹੇ ਕਿ ਰਾਵੀ ਦਰਿਆ ਨਾਲ ਲੱਗਦੇ ਜ਼ਿਲ੍ਹਾ ਪਠਾਨਕੋਟ ਦੇ ਬਹੁਤ ਸਾਰੇ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਚ ਹੁਣ ਤੱਕ ਹੜ੍ਹਾਂ ਕਾਰਨ 26 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। 

ਜਲੰਧਰ ਨੂੰ ਸਰਕਾਰ ਨੇ ਕੁਦਰਤੀ ਆਫਤ ਪ੍ਰਭਾਵਿਤ ਜ਼ਿਲ੍ਹਾ ਐਲਾਨਿਆ

ਭਾਰੀ ਮੀਂਹ ਕਾਰਨ ਜਲੰਧਰ ਦੇ ਕਈ ਇਲਾਕੇ ਪਾਣੀ ’ਚ ਡੁੁੱਬੇ

ਜਲੰਧਰ/ਬਿਊਰੋ ਨਿਊਜ਼  

ਜਲੰਧਰ ਵਿਚ ਭਾਰੀ ਮੀਂਹ ਪੈਣ ਕਾਰਨ ਸਥਿਤੀ ਵਿਗੜਨੀ ਸ਼ੁਰੂ ਹੋ ਗਈ ਹੈ। ਭਾਰੀ ਮੀਂਹ ਕਾਰਨ ਜਲੰਧਰ ਦੇ ਕਈ ਇਲਾਕੇ ਪਾਣੀ ਵਿਚ ਡੁੱਬ ਗਏ ਹਨ। ਰੇਲਵੇ ਸਟੇਸ਼ਨ, ਮਾਡਲ ਟਾਊਨ, ਅਰਬਨ ਅਸਟੇਟ ਅਤੇ ਕਿਸ਼ਨਪੁਰਾ ਸਣੇ ਕਈ ਇਲਾਕੇ ਪਾਣੀ ਵਿਚ ਘਿਰੇ ਹੋਏ ਹਨ। ਦੱਸਿਆ ਗਿਆ ਕਿ ਦਮੋਰੀਆ ਪੁਲ ਪੂੁਰੀ ਤਰ੍ਹਾਂ ਪਾਣੀ ਵਿਚ ਘਿਰ ਗਿਆ ਹੈ। ਪੰਜਾਬ ਸਰਕਾਰ ਨੇ ਹੁਣ ਆਪਣੇ ਵਲੋਂ ਜਾਰੀ ਬੁਲੇਟਿਨ ਵਿਚ ਜਲੰਧਰ ਨੂੰ ਆਫਤ ਪ੍ਰਭਾਵਿਤ ਜ਼ਿਲ੍ਹਾ ਐਲਾਨਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸੂ ਅਗਰਵਾਲ ਲੋਕਾਂ ਨੂੰ ਸਥਿਤੀ ਨੂੰ ਕਾਬੂ ਕਰਨ ਦੀ ਅਪੀਲ ਕਰ ਰਹੇ ਹਨ, ਪਰ ਦੂਜੇ ਪਾਸੇ ਸਰਕਾਰ ਵਲੋਂ ਜਲੰਧਰ ਨੂੰ ਕੁਦਰਤੀ ਆਫਤ ਤੋਂ ਪ੍ਰਭਾਵਿਤ ਐਲਾਨੇ ਜਾਣ ਤੋਂ ਬਾਅਦ ਲੋਕਾਂ ਦੀਆਂ ਚਿੰਤਾਵਾਂ ਹੋਰ ਵੀ ਵਧ ਗਈਆਂ ਹਨ। ਧਿਆਨ ਰਹੇ ਕਿ ਹੜ੍ਹਾਂ ਕਾਰਨ ਜਲੰਧਰ, ਅੰਮਿ੍ਰਤਸਰ, ਹੁਸ਼ਿਆਰਪੁਰ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹੇ ਜ਼ਿਆਦਾ ਪ੍ਰਭਾਵਿਤ ਹੋਏ ਹਨ। 

ਮੁੱਖ ਮੰਤਰੀ ਭਗਵੰਤ ਮਾਨ, ਮੰਤਰੀ ਅਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪਹੁੰਚੇ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਚ ਪੈ ਰਹੇ ਮੀਂਹ ਅਤੇ ਦਰਿਆਵਾਂ ’ਚ ਵਧੇ ਪਾਣੀ ਕਾਰਨ ਆਏ ਹੜ੍ਹਾਂ ਨੇ ਸੂਬੇ ਨੂੰ ਹਾਲੋਂ-ਬੇਹਾਲ ਕਰ ਦਿੱਤਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਹਾਲਾਤ ਬਹੁਤ ਚਿੰਤਾਜਨਕ ਬਣੇ ਹੋਏ ਹਨ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ। ਸੀਐਮ ਮਾਨ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹੜ੍ਹ ਦੀ ਮਾਰ ਝੱਲ ਰਹੇ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਹੜ੍ਹਾਂ ਕਾਰਨ ਲੋਕਾਂ ਦੇ ਬਣੇ ਹਾਲਾਤ ਦੇਖ ਕੇ ਮੁੱਖ ਮੰਤਰੀ ਭਾਵੁਕ ਵੀ ਹੋ ਗਏ। ਇਸੇ ਦੌਰਾਨ ਘੱਗਰ ਦਰਿਆ ਦਾ ਪਾਣੀ ਵੀ ਖਤਰੇ ਦੇ ਨਿਸ਼ਾਨ ਨੇੜੇ ਪਹੁੰਚ ਗਿਆ ਹੈ, ਜਿਸਦਾ ਜਾਇਜ਼ਾ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਫਿਰੋਜ਼ਪੁਰ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਹੈ। ਸਤਲੁਜ ਦਰਿਆ ਦਾ ਪਾਣੀ ਵੀ ਹੁਣ ਗਿੱਦੜਪਿੰਡੀ ਕੋਲ ਖਤਰੇ ਦੇ ਨਿਸ਼ਾਨ ਤੋਂ ਉਪਰ ਪਹੁੰਚ ਗਿਆ ਹੈ। ਇਸ ਦੇ ਚੱਲਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਧੁੱਸੀ ਬੰਨ੍ਹ ’ਤੇ ਇਕੱਠੇ ਹੋਏ ਲੋਕਾਂ ਨੂੰ ਚੌਕਸ ਰਹਿਣ ਦਾ ਸੱਦਾ ਦਿੱਤਾ ਹੈ। ਸੀਚੇਵਾਲ ਹੋਰਾਂ ਕਿਹਾ ਕਿ ਜੇ ਹਿਮਾਚਲ ਪ੍ਰਦੇਸ਼ ਵਿਚ ਹੋਰ ਮੀਂਹ ਪੈਂਦਾ ਹੈ ਜਾਂ ਫਿਰ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਿਆ ਜਾਂਦਾ ਹੈ ਤਾਂ ਸਥਿਤੀ ਹੋਰ ਵਿਗੜ ਸਕਦੀ ਹੈ। ਉਧਰ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ’ਤੇ ਗੱਲ ਕੀਤੀ ਹੈ ਅਤੇ ਹੜ੍ਹਾਂ ਨੂੰ ਲੈ ਕੇ ਸਥਿਤੀ ਦੀ ਜਾਣਕਾਰੀ ਲਈ ਹੈ, ਪਰ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਸਹਾਇਤਾ ਦਾ ਐਲਾਨ ਨਹੀਂ ਕੀਤਾ ਹੈ। 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਸਰਕਾਰ ਨੇ ਸੂਬੇ ਦੇ 8 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਉਣ ਤੋਂ ਬਾਅਦ ਅਤੇ ਪੈ ਰਹੇ ਲਗਾਤਾਰ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਪ੍ਰਬੰਧਕਾਂ ਦੀ ਹੋਵੇਗੀ। ਇਸ ਲਈ ਉਨ੍ਹਾਂ ਸਾਰਿਆਂ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਰਕੇ ਵਿਗੜਦੇ ਹਾਲਾਤ ਕਰਕੇ ਸੂਬਾ ਸਰਕਾਰ ਨੇ ਲੰਘੇ ਦਿਨ ਸਾਰੇ ਸਕੂਲਾਂ ਵਿੱਚ ਵੀ ਛੁੱਟੀਆਂ ਤਿੰਨ ਸਤੰਬਰ ਤੱਕ ਵਧਾ ਦਿੱਤੀਆਂ ਸਨ। 

ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮਜੀਠੀਆ ਹੈ ਜੇਲ੍ਹ ’ਚ ਬੰਦ

ਮੁਹਾਲੀ/ਬਿਊਰੋ ਨਿਊਜ਼ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਦੀ ਜੇਲ੍ਹ ਵਿਚ ਬੰਦ ਹੈ। ਇਸਦੇ ਚੱਲਦਿਆਂ ਮੁਹਾਲੀ ਦੀ ਅਦਾਲਤ ਨੇ ਅੱਜ ਮਜੀਠੀਆ ਦੀ ਬੈਰਕ ਬਦਲਣ ਸਬੰਧੀ ਅਰਜ਼ੀ ’ਤੇ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਹੈ ਅਤੇ ਇਸ ਮਾਮਲੇ ’ਤੇ ਫੈਸਲਾ ਹੁਣ 6 ਸਤੰਬਰ ਨੂੰ ਸੁਣਾਇਆ ਜਾਵੇਗਾ। ਇਸ ਤੋਂ ਪਹਿਲਾਂ ਹੋਈ ਸੁਣਵਾਈ ਉਪਰੰਤ ਮਾਨਯੋਗ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਫੈਸਲਾ ਅੱਜ ਮੰਗਲਵਾਰ ਲਈ ਰਾਖਵਾਂ ਰੱਖ ਲਿਆ ਸੀ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਉਨ੍ਹਾਂ ਦੀ ਅੰਮਿ੍ਰਤਸਰ ਸਥਿਤ ਰਿਹਾਇਸ਼ ਤੋਂ ਗਿ੍ਰਫਤਾਰ ਕੀਤਾ ਸੀ।  

ਜਥੇਦਾਰ ਕੁਲਦੀਪ ਸਿੰਘ ਗੜਗੱਜ ਕੋਲ ਰੱਖਿਆ ਆਪਣਾ ਪੱਖ

ਅੰਮਿ੍ਰਤਸਰ/ਬਿਊਰੋ ਨਿਊਜ਼

ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੰਘੇ ਦਿਨੀਂ ਸ੍ਰੀਨਗਰ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਸੀ। ਇਸ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਨਾਚ ਗਾਣ ਆਦਿ ਦਿਖਾਇਆ ਗਿਆ ਸੀ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਸੀ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜਫ਼ਰ ਨੂੰ ਅਕਾਲ ਤਖ਼ਤ ਸਾਹਿਬ ’ਤੇ ਸੱਦਿਆ ਗਿਆ ਸੀ। ਇਸੇ ਤਹਿਤ ਜਸਵੰਤ ਸਿੰਘ ਪੇਸ਼ ਹੋਏ ਅਤੇ ਜਥੇਦਾਰ ਦੇ ਸਨਮੁਖ ਆਪਣਾ ਪੱਖ ਰੱਖਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਆਪਣੀ ਗਲਤੀ ਮੰਨੀ ਸੀ ਅਤੇ ਖਿਮਾ ਯਾਚਨਾ ਕੀਤੀ ਸੀ। 

ਪੰਜਾਬ ’ਚ ਮੀਂਹ ਕਰਕੇ ਹੜ੍ਹਾਂ ਦੀ ਸਥਿਤੀ ਬਣਨ ਲੱਗੀ ਹੋਰ ਗੰਭੀਰ

ਚੰਡੀਗੜ੍ਹ/ਬਿਊਰੋ ਨਿਊਜ਼

ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਅਤੇ ਪੰਜਾਬ ਵਿਚ ਪਿਛਲੇ 48 ਘੰਟਿਆਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਹੜ੍ਹਾਂ ਦੇ ਹਾਲਾਤ ਹੋਰ ਗੰਭੀਰ ਬਣਦੇ ਜਾ ਰਹੇ ਹਨ। ਸੂਬੇ ਵਿਚ ਪਹਿਲਾਂ ਰਾਵੀ ਅਤੇ ਬਿਆਸ ਦਰਿਆ ਨੇ 8 ਜ਼ਿਲ੍ਹਿਆਂ ਵਿਚ ਤਬਾਹੀ ਮਚਾਈ ਸੀ, ਹੁਣ ਸਤਲੁਜ ਅਤੇ ਘੱਗਰ ਵਿਚ ਵੀ ਪਾਣੀ ਵਧਣ ਕਰਕੇ ਕੁੱਲ 12 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ। ਘੱਗਰ ਅਤੇ ਸਤਲੁਜ ਵਿਚ ਪਾਣੀ ਵਧਣ ਕਰਕੇ ਮਾਲਵਾ ਖਿੱਤੇ ਦੇ ਲੋਕਾਂ ਵਿਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਦੌਰਾਨ ਪੰਜਾਬ ਵਿਚ ਪੈ ਰਹੇ ਲਗਾਤਾਰ ਮੀਂਹ ਕਰਕੇ ਸਥਿਤੀ ਹੋਰ ਵੀ ਗੰਭੀਰ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਹੁਸ਼ਿਆਰਪੁਰ ਅਤੇ ਸੰਗਰੂਰ ਖੇਤਰ ਵਿਚ ਹੋਰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਪਹੁੰਚੇ ਅਜਨਾਲਾ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਜਨਾਲਾ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿਵਾਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ ਅਜਨਾਲਾ ਖੇਤਰ ਦੇ 50 ਤੋਂ ਜ਼ਿਆਦਾ ਪਿੰਡ ਬੁਰੀ ਤਰ੍ਹਾਂ ਹੜ੍ਹਾਂ ਦੀ ਲਪੇਟ ਵਿਚ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿਚ ਸ਼ੋ੍ਰਮਣੀ ਅਕਾਲੀ ਦਲ ਹੜ੍ਹ ਪੀੜਤਾਂ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਸਹਾਇਤਾ ਵੀ ਕੀਤੀ ਜਾਵੇਗੀ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਅਜਨਾਲਾ ਪਹੁੰਚੇ ਅਤੇ ਉਨ੍ਹਾਂ ਨੇ ਵੀ ਹੜ੍ਹ ਪੀੜਤਾਂ ਦੀ ਸਾਰ ਲਈ ਹੈ। ਜਾਖੜ ਨੇ ਕਿਹਾ ਕਿ ਇਸ ਸੰਕਟ ਭਰੇ ਮਾਹੌਲ ਵਿਚ ਸਾਨੂੰ ਸਾਰਿਆਂ ਨੂੰ ਇਕਮੁੱਠ ਹੋ ਕੇ ਆਪਣੇ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਅਰੋਪ ਲਗਾਉਂਦਿਆਂ ਕਿਹਾ ਕਿ ਇਹ ਸਰਕਾਰ ਹੜ੍ਹ ਪੀੜਤਾਂ ਦੀ ਮੱਦਦ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.