Saturday, 18 April 2026

ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ ਇਹ ਇਜਲਾਸ

ਅੰਮਿ੍ਰਤਸਰ/ਬਿਊਰੋ ਨਿਊਜ਼ 

ਨਵੇਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਉਂਦੀ 6 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਇਜਲਾਸ ਵਿਚ ਜਿੱਥੇ ਪੰਜਾਬ ਭਰ ਤੋਂ ਸਟੇਟ ਡੈਲੀਗੇਟਸ ਸ਼ਾਮਲ ਹੋਣਗੇ, ਉਥੇ ਹੀ ਦੂਜੇ ਸੂਬਿਆਂ ਤੋਂ ਬਣੇ ਡੈਲੀਗੇਟ ਵੀ ਹਿੱਸਾ ਲੈਣਗੇ। ਧਿਆਨ ਰਹੇ ਕਿ ਇਸੇ ਮਹੀਨੇ ਲੰਘੀ 11 ਅਗਸਤ ਨੂੰ ਬੁਲਾਏ ਗਏ ਜਨਰਲ ਇਜਲਾਸ ਵਿਚ ਪੰਥਕ ਕੌਂਸਲ ਦੇ ਚੇਅਰਪਰਸਨ ਸਮੇਤ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ ਸੀ। ਇਜਲਾਸ ਦੀ ਕਾਰਵਾਈ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ ਗਏ ਸਨ। ਇਸੇ ਦੌਰਾਨ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਅੰਦਰ ਲੋਕਤੰਤਰਿਕ ਪ੍ਰਕਿਰਿਆ ਅਤੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਕਿਹਾ : ਭਾਜਪਾ ਨੂੰ ਰਾਸ਼ਨ ਚੋਰੀ ਨਹੀਂ ਕਰਨ ਦਿਆਂਗੇ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਰਾਸ਼ਨ ਕਾਰਡਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਕੇਂਦਰ ਸਰਕਾਰ ਨਾਲ ਰੇੜਕਾ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕੇਂਦਰ ਵਲੋਂ ਪੰਜਾਬ ਵਿਚ 8 ਲੱਖ ਰਾਸ਼ਨ ਕਾਰਡ ਕੱਟਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਸੰਦੇਸ਼ ਜਾਰੀ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵੋਟ ਚੋਰੀ ਤੋਂ ਬਾਅਦ ਭਾਜਪਾ ਦੀ ਹੁਣ ਰਾਸ਼ਨ ਚੋਰੀ ਦੀ ਕੋਸ਼ਿਸ਼ ਹੈ ਪਰ ਮੈਂ ਇਹ ਹੋਣ ਨਹੀਂ ਦਿਆਂਗਾ। ਚਿੱਠੀ ਲਿਖ ਕੇ ਪੰਜਾਬੀਆਂ ਨੂੰ ਸੰਦੇਸ਼ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜਿਸ਼ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਨਿਰਦੇਸ਼ ਦਿੱਤਾ ਹੈ ਕਿ ਪੰਜਾਬ ਦੇ 55 ਲੱਖ ਵਿਅਕਤੀਆਂ ਦਾ ਮੁਫਤ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕੇਂਦਰ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਇਹ ਪੰਜਾਬ ਦੇ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਪਰਿਵਾਰਾਂ ਦੀਆਂ ਥਾਲੀਆਂ ’ਤੇ ਸਿੱਧਾ ਹਮਲਾ ਹੈ।

ਐਡਵੋਕੇਟ ਧਾਮੀ ਨੇ ਐਸਜੀਪੀਸੀ ਦੇ ਮੁਲਾਜ਼ਮਾਂ ਦੀਆਂ ਲਗਾਈਆਂ ਡਿਊਟੀਆਂ

ਅੰਮਿ੍ਰਤਸਰ/ਬਿਊਰੋ ਨਿਊਜ਼

ਪੰਜਾਬ ਵਿਚ ਹੜ੍ਹਾਂ ਨੇ ਬਹੁਤ ਸਾਰੇ ਇਲਾਕਿਆਂ ਵਿਚ ਭਾਰੀ ਨੁਕਸਾਨ ਕੀਤਾ ਹੈ। ਇਸ ਔਖੀ ਘੜੀ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਫਿਰ ਅੱਗੇ ਆਈ ਹੈ ਅਤੇ ਹੜ੍ਹ ਪੀੜਤਾਂ ਦੀ ਮੱਦਦ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਮੱਦਦ ਲਈ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਾਂ ਵਾਲੇ ਨੇੜਲੇ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰਾਂ, ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਸੇ ਦੌਰਾਨ ਲੰਗਰ ਤਿਆਰ ਕਰਕੇ ਹੜ੍ਹ ਪੀੜਤ ਇਲਾਕਿਆਂ ਵਿਚ  ਭੇਜਿਆ ਜਾ ਰਿਹਾ ਹੈ। ਧਾਮੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਜਿਨ੍ਹਾਂ ਪਰਿਵਾਰਾਂ ਨੂੰ ਆਪਣੇ ਘਰ ਛੱਡ ਕੇ ਉਚੀਆਂ ਥਾਵਾਂ ’ਤੇ ਜਾਣਾ ਪਿਆ, ਉਨ੍ਹਾਂ ਵਾਸਤੇ ਗੁਰਦੁਆਰਾ ਸਾਹਿਬਾਨਾਂ ਦੀਆਂ ਸਰਾਵਾਂ ਵਿਚ ਰਹਿਣ ਦਾ ਪੂਰਾ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। 

 

ਮੌਸਮ ਵਿਭਾਗ ਨੇ ਪੰਜਾਬ ’ਚ ਹੋਰ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਇਕ ਲੱਖ ਏਕੜ ਤੋਂ ਜ਼ਿਆਦਾ ਫਸਲ ਪਾਣੀ ਦੀ ਮਾਰ ਹੇਠ ਆਈ ਹੈ। ਡੈਮਾਂ ਤੋਂ ਬਿਆਸ ਤੇ ਸਤਲੁਜ ਦਰਿਆ ਵਿਚ ਛੱਡੇ ਪਾਣੀ ਨੇ ਸੂਬੇ ਦੇ 7 ਜ਼ਿਲ੍ਹਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਕਰੀਬ 150 ਪਿੰਡ ਹੜ੍ਹਾਂ ਦੀ ਮਾਰ ਆ ਗਏ ਹਨ। ਪੰਜਾਬ ਸਰਕਾਰ ਨੇ ਹਾਲਾਤ ਨੂੰ ਦੇਖਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਆਪਣੀਆਂ ਟੀਮਾਂ ਨੂੰ ਭੇਜਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫਾਜ਼ਿਲਕਾ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਅੰਮਿ੍ਰਤਸਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਚ ਫਸਲਾਂ ਦਾ ਜ਼ਿਆਦਾ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ ਹੋਰ ਭਾਰੀ ਮੀਂਹ ਪੈਣ ਦਾ ਖਦਸ਼ਾ ਪ੍ਰਗਟ ਕੀਤਾ ਹੈ ਅਤੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ।

ਮੌਸਮ ਵਿਭਾਗ ਵਲੋਂ ਆਉਂਦੇ ਦਿਨਾਂ ਦੌਰਾਨ ਵੀ ਭਾਰੀ ਮੀਂਹ ਦੀ ਚਿਤਾਵਨੀ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੇ ਮੀਂਹ ਨੇ ਪੰਜਾਬ ਵਿਚ ਤਬਾਹੀ ਮਚਾ ਦਿੱਤੀ ਹੈ। ਪਹਾੜੀ ਇਲਾਕਿਆਂ ਵਿਚ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਦਰਿਆਵਾਂ ’ਚ ਵਧੇ ਪਾਣੀ ਦੇ ਪੱਧਰ ਨੇ ਲੋਕਾਂ ’ਚ ਸਹਿਮ ਦਾ ਮਾਹੌਲ ਬਣਾ ਦਿੱਤਾ ਹੈ। ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫਸਲ ਪਾਣੀ ਵਿਚ ਡੁੱਬ ਚੁੱਕੀ ਹੈ। ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮਿ੍ਰਤਸਰ, ਫਾਜ਼ਿਲਕਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਹੜ੍ਹਾਂ ਦੇ ਪਾਣੀ ਨੇ ਜ਼ਿਆਦਾ ਨੁਕਸਾਨ ਕੀਤਾ ਹੈ। ਇਸੇ ਦੌਰਾਨ ਰਾਵੀ ਦਰਿਆ ’ਤੇ ਬਣਿਆ ਆਰਜ਼ੀ ਬੰਨ੍ਹ ਵੀ ਟੁੱਟ ਗਿਆ। ਬਿਆਸ ਅਤੇ ਸਤਲੁਜ ਦਰਿਆ ਵਿਚ ਵੀ ਪਾਣੀ ਦਾ ਪੱਧਰ ਬਹੁਤ ਤੇਜ਼ੀ ਨਾਲ ਵਧਿਆ ਹੈ। ਇਸੇ ਦੌਰਾਨ ਪੌਂਗ, ਭਾਖੜਾ ਅਤੇ ਰਣਜੀਤ ਸਾਗਰ ਡੈਮ ਵਿਚੋਂ ਪਾਣੀ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲ ਵੀ ਅੱਜ ਬੰਦ ਰਹੇ। ਇਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਨੇ ਆਉਂਦੇ ਦਿਨਾਂ ਦੌਰਾਨ ਵੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।  

ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ’ਚ ਭਾਜਪਾ ਵਰਕਰਾਂ ਦੀ ਪੁਲਿਸ ਵਲੋਂ ਕੀਤੀ ਜਾ ਰਹੀ ਗਿ੍ਰਫਤਾਰੀ ਦੀ ਸਖਤ ਨਿੰਦਾ ਕੀਤੀ ਹੈ। ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਵਰਕਰਾਂ ਨੂੰ ਉਸ ਸਮੇਂ ਗਿ੍ਰਫਤਾਰ ਕੀਤਾ ਜਾ ਰਿਹਾ ਹੈ, ਜਦੋਂ ਉਹ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਰੋਪ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਭਾਜਪਾ ਦੇ ਕੈਂਪਾਂ ਨੂੰ ਜ਼ਬਰਦਸਤੀ ਬੰਦ ਕਰਵਾਇਆ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਅਤੇ ਕਿਹਾ ਕਿ ਇਹ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਪੁਲਿਸ ਦੀ ਸਿਆਸੀ ਦੁਰਵਰਤੋਂ ਦਾ ਗੰਭੀਰ ਨੋਟਿਸ ਲੈਣ। 

 

ਹੁਸ਼ਿਆਰਪੁਰ ਨੇੜੇ ਵਾਪਰੇ ਹਾਦਸੇ ’ਚ 7 ਵਿਅਕਤੀਆਂ ਦੀ ਜਾ ਚੁੱਕੀ ਹੈ ਜਾਨ

ਹੁਸ਼ਿਆਰਪੁਰ/ਬਿਊਰੋ ਨਿਊਜ਼ 

ਹੁਸ਼ਿਆਰਪੁਰ ਨੇੜਲੇ ਪਿੰਡ ਮੰਡਿਆਲਾਂ ਵਿਚ ਪਿਛਲੇ ਦਿਨੀਂ ਐਲ.ਪੀ.ਜੀ. ਟੈਂਕਰ ਹਾਦਸੇ ਵਿਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਗੰਭੀਰ ਹਾਦਸਾ ਸੀ, ਜਿਸ ਵਿਚ 7 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ ਕਈ ਗੰਭੀਰ ਜ਼ਖ਼ਮੀ ਵੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੀੜਤ ਪਰਿਵਾਰਾਂ ਲਈ ਬੇਹੱਦ ਦੁਖਦਾਈ ਸਮਾਂ ਹੈ ਅਤੇ ਸ਼ੋ੍ਰਮਣੀ ਕਮੇਟੀ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ ਅਤੇ ਲੋੜ ਅਨੁਸਾਰ ਸੰਭਵ ਸਹਾਇਤਾ ਵੀ ਕਰੇਗੀ। ਐਡਵੋਕੇਟ ਧਾਮੀ ਨੇ ਇਸ ਭਿਆਨਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੁਸ਼ਿਆਰਪੁਰ-ਜਲੰਧਰ ਰੋਡ ’ਤੇ ਪੈਂਦੇ ਪਿੰਡ ਮਡਿਆਲਾਂ ਵਿਖੇ ਇਕ ਐਲ.ਪੀ.ਜੀ. ਟੈਂਕਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ ਅਤੇ ਇਸ ਹਾਦਸੇ ਦੌਰਾਨ ਅੱਗ ਲੱਗਣ ਕਾਰਨ ਵੱਡਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਸੀ।

ਕੇਂਦਰ ਦੀਆਂ ਸਕੀਮਾਂ ਨੂੰ ਲੈ ਕੇ ਭਾਜਪਾ ਆਗੂ ਸਾਰੇ ਜ਼ਿਲ੍ਹਿਆਂ ਵਿਚ ਲਗਾ ਰਹੇ ਹਨ ਕੈਂਪ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਸੂਬੇ ਦੇ ਪਿੰਡਾਂ ਵਿਚ ਵੀ ਆਪਣੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸਦੇ ਚੱਲਦਿਆਂ ਭਾਜਪਾ ਆਗੂਆਂ ਵਲੋਂ ਪੇਂਡੂ ਖੇਤਰਾਂ ਵਿਚ ਕੈਂਪ ਲਗਾ ਕੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਦੱਸਿਆ ਜਾ ਰਿਹਾ ਹੈ। ਇਸਦੇ ਚੱਲਦਿਆਂ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਜਾਖੜ ਫਾਜ਼ਿਲਕਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਭਾਜਪਾ ਦੇ ਕੈਂਪ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ। ਇਸਦੇ ਚੱਲਦਿਆਂ ਜਾਖੜ ਨੇ ਕਿਹਾ ਕਿ ਮੈਨੂੰ ਗਿ੍ਰਫਤਾਰੀ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਖਿਲਾਫ ਬੋਲਦਿਆਂ ਕਿਹਾ ਕਿ ਅਸੀਂ ਸੂਬੇ ਦੇ ਲੋਕਾਂ ਨਾਲ ਧੋਖਾ ਨਹੀਂ ਹੋਣ ਦਿਆਂਗੇ। ਇਸੇ ਦੌਰਾਨ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਦੀ ਅਗਵਾਈ ਵਿਚ ਭਾਜਪਾ ਦੇ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਉਧਰ ਦੂਜੇ ਪਾਸੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਨਾਲ ਸਬੰਧਤ ਭਾਜਪਾ ਵਲੋਂ ਲਾਏ ਜਾ ਰਹੇ ਕੈਂਪਾਂ ਵਿਚ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਬਿਆਸ ਅਤੇ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ

ਚੰਡੀਗੜ੍ਹ/ਬਿਊਰੋ ਨਿਊਜ਼ 

ਮੌਸਮ ਵਿਭਾਗ ਨੇ ਪੰਜਾਬ ਵਿਚ ਹੋਰ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਇਸੇ ਦੌਰਾਨ ਪਹਾੜਾਂ ਵਿਚ ਪੈ ਰਹੇ ਮੀਂਹ ਕਾਰਨ ਬਿਆਸ ਅਤੇ ਸਤਲੁਜ ਦਰਿਆਵਾਂ ਵਿਚ ਵੀ ਪਾਣੀ ਪੱਧਰ ਵਧ ਗਿਆ ਹੈ, ਜਿਸ ਕਾਰਨ ਦਰਿਆਵਾਂ ਨੇੜਲੇ ਖੇਤਰਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸਦੇ ਚੱਲਦਿਆਂ ਸੂਬੇ ਦੇ ਕਈ ਖੇਤਰਾਂ ਵਿਚ ਪਾਣੀ ਭਰ ਗਿਆ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਦੇ ਮੰਤਰੀ ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ ਅਤੇ ਹੋਰ ਮੰਤਰੀਆਂ ਅਤੇ ਵਿਧਾਇਕਾਂ ਨੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕੀਤਾ ਹੈ। ਪੰਜਾਬ ਦੇ ਮੰਤਰੀਆਂ ਨੇ ਕਿਹਾ ਹੈ ਕਿ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਇਸੇ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ ਅਤੇ ਇਸ ਨੂੰ ਲੈ ਕੇ ਪ੍ਰਸ਼ਾਸਨ ਨੇ ਕੰਟਰੋਲ ਰੂਮ ਵੀ ਸਥਾਪਤ ਕਰ ਦਿੱਤੇ ਹਨ।

ਕਲਾਕਾਰ ਜਗਤ ਵਲੋਂ ਵੀ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਨੇ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਿਹਾ ਕਿ ਜਸਵਿੰਦਰ ਭੱਲਾ ਦਾ ਇਸ ਦੁਨੀਆ ਤੋਂ ਅਚਾਨਕ ਵਿਛੋੜਾ ਬਹੁਤ ਦੁਖਦਾਈ ਹੈ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਨੇ ਵਧੀਆ ਕਲਾਕਾਰੀ ਨਾਲ ਪੰਜਾਬੀਆਂ ਦੇ ਦਿਲਾਂ ’ਤੇ ਰਾਜ ਕੀਤਾ ਹੈ। ਇਸੇ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਜਸਵਿੰਦਰ ਭੱਲਾ ਦੇ ਦਿਹਾਂਤ ਨਾਲ ਪੰਜਾਬੀ ਸਭਿਆਚਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਸਮੁੱਚੇ ਪੰਜਾਬੀ ਕਲਾਕਾਰਾਂ ਨੇ ਦੁੱਖ ਪ੍ਰਗਟ ਕੀਤਾ ਹੈ। ਗੁਰਪ੍ਰੀਤ ਘੁੱਗੀ ਅਤੇ ਬੀਨੂ ਢਿੱਲੋਂ ਨੇ ਸਾਥੀ ਕਲਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਕਿਹਾ ਕਿ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋਵੇਗਾ। ਇਸੇ ਤਰ੍ਹਾਂ ਗਿੱਪੀ ਗਰੇਵਾਲ ਨੇ ਕਿਹਾ ਕਿ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਵਿਸ਼ਵਾਸ ਕਰਨਾ ਔਖਾ ਹੈ। 

ਪੰਜ ਸਿੰਘ ਸਾਹਿਬਾਨ ਦੀ ਅਗਾਮੀ ਇਕੱਤਰਤਾ ’ਚ ਲਿਆ ਜਾਵੇਗਾ ਫੈਸਲਾ

ਅੰਮਿ੍ਰਤਸਰ/ਬਿਊਰੋ ਨਿਊਜ਼ 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਅੱਜ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਿਆ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਉਨ੍ਹਾਂ ਨੂੰ 15 ਦਿਨਾਂ ਵਿੱਚ ਆਪਣਾ ਪੱਖ ਸਪਸ਼ਟ ਕਰਨ ਲਈ ਪੇਸ਼ ਹੋਣ ਵਾਸਤੇ ਆਦੇਸ਼ ਦਿੱਤੇ ਗਏ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਦਿੱਤੀ ਜਾਣਕਾਰੀ ਵਿਚ ਦੱਸਿਆ ਗਿਆ ਹੈ ਕਿ ਬੀਤੇ ਦਿਨੀਂ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵਿਰੁੱਧ ਦੱਖਣ ਭਾਰਤ ਵਿੱਚ ਇੱਕ ਸਮਾਗਮ ਦੌਰਾਨ ਗੁਰਮਤਿ ਫਲਸਫੇ ਦੇ ਵਿਰੁੱਧ ਪ੍ਰਗਟਾਵਾ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜੀਆਂ ਸਨ। ਹੁਣ ਇਸ ਮਾਮਲੇ ਬਾਰੇ ਪੰਜ ਸਿੰਘ ਸਾਹਿਬਾਨ ਦੀ ਅਗਾਮੀ ਇਕੱਤਰਤਾ ਵਿਚ ਫੈਸਲਾ ਲਿਆ ਜਾਵੇਗਾ।

ਸਮੁੱਚੇ ਪੰਜਾਬ ਅਤੇ ਫਿਲਮ ਜਗਤ ਵਿਚ ਸੋਗ ਦੀ ਲਹਿਰ

ਚੰਡੀਗੜ੍ਹ/ਬਿਊਰੋ ਨਿਊਜ਼     

ਪੰਜਾਬ ਦੇ ਕਾਮੇਡੀਅਨ ਕਿੰਗ ਜਸਵਿੰਦਰ ਭੱਲਾ ਅੱਜ ਸ਼ੁੱਕਰਵਾਰ ਸਵੇਰੇ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੂੰ ਸਿਹਤ ਠੀਕ ਨਾ ਹੋਣ ਕਰਕੇ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਪਰ ਇਲਾਜ ਦੌਰਾਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਜਸਵਿੰਦਰ ਭੱਲਾ ਦੇ ਦਿਹਾਂਤ ਨਾਲ ਸਮੁੱਚੇ ਪੰਜਾਬ ਅਤੇ ਫਿਲਮ ਜਗਤ ਵਿਚ ਸੋਗ ਦੀ ਲਹਿਰ ਹੈ। ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਲੁਧਿਆਣਾ ਵਿਖੇ ਹੋਇਆ। ਉਨ੍ਹਾਂ ਦੀ ਰੁਚੀ ਵਿਦਿਆਰਥੀ ਜੀਵਨ ਤੋਂ ਹੀ ਕਲਾਕਾਰੀ ਵੱਲ ਸੀ। ਜਸਵਿੰਦਰ ਭੱਲਾ 1975 ਵਿਚ ਆਲ ਇੰਡੀਆ ਰੇਡੀਓ ਦੇ ਇਕ ਪ੍ਰੋਗਰਾਮ ਵਿਚ ਸ਼ਾਮਲ ਹੋਏ, ਪਰ 1988 ਤੋਂ ਆਪਣੇ ਸਹਿਯੋਗੀ ਕਲਾਕਾਰ ਬਾਲ ਮੁਕੰਦ ਸ਼ਰਮਾ ਨਾਲ ਉਨ੍ਹਾਂ ਨੇ ‘ਛਣਕਾਟਾ’ ਰਾਹੀਂ ਪੱਕੇ ਪੈਰੀਂ ਕਾਮੇਡੀ ਖੇਤਰ ਵਿਚ ਐਂਟਰੀ ਕੀਤੀ। ਇਸੇ ਤਰ੍ਹਾਂ ਉਨ੍ਹਾਂ ਨੇ ਕਈ ਫਿਲਮਾਂ ਵਿਚ ਕੰਮ ਕੀਤਾ, ਜਿਨ੍ਹਾਂ ਵਿਚ ‘ਮਾਹੌਲ ਠੀਕ ਹੈ’, ‘ਬਾਬਲ ਦਾ ਵਿਹੜਾ’, ‘ਜੀਹਨੇ ਮੇਰਾ ਦਿਲ ਲੁੱਟਿਆ’, ‘ਪਾਵਰ ਕੱਟ’, ‘ਚੱਕ ਦੇ ਫੱਟੇ, ‘ਮੇਲ ਕਰਾ ਦੇ ਰੱਬਾ’ ਅਤੇ ‘ਕੈਰੀ ਔਨ ਜੱਟਾ’ ਕਾਫੀ ਪ੍ਰਸਿੱਧ ਹਨ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.