Saturday, 18 April 2026

 

ਚੰਡੀਗੜ੍ਹ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਨੇ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ ਹੈ। ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪਾਂ ਤਹਿਤ ਮਜੀਠੀਆ ਨਾਭਾ ਦੀ ਜੇਲ੍ਹ ਵਿਚ ਬੰਦ ਹਨ।  ਇਸੇ ਦੌਰਾਨ ਮੁਹਾਲੀ ਦੀ ਅਦਾਲਤ ਵਿਚ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਸਵੇਰੇ ਸੁਣਵਾਈ ਹੋਈ ਅਤੇ ਦੋਵੇਂ ਧਿਰਾਂ ਦੇ ਵਕੀਲਾਂ ਨੇ ਆਪਣੀਆਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਇਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਆਉਂਦੀ 1 ਅਗਸਤ ਤੱਕ ਟਾਲ ਦਿੱਤੀ ਹੈ। ਉਧਰ ਦੂਜੇ ਪਾਸੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਅਕਾਲੀ ਦਲ ਦਾ ਇਕ ਵਫਦ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਵੀ ਗਿਆ। ਇਸ ਵਫਦ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਿਕੰਦਰ ਸਿੰਘ ਮਲੂਕਾ ਵੀ ਸ਼ਾਮਲ ਸਨ।   

 

ਕਿਹਾ : ਆਮ ਆਦਮੀ ਪਾਰਟੀ ਦੀ ਸਰਕਾਰ ਵਿਰਾਸਤ ਨੂੰ ਸੰਭਾਲਣ ਵਾਲੀ ਪਹਿਲੀ ਸਰਕਾਰ

ਲੁਧਿਆਣਾ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਮਹਿਮਾ ਸਿੰਘ ਵਾਲਾ ਪਿੰਡ ਪਹੁੰਚੇ, ਜਿੱਥੇ ਬੈਲ ਗੱਡੀਆਂ ਦੀਆਂ ਦੌੜਾਂ ਦੀ ਬਹਾਲੀ ਨੂੰ ਲੈ ਕੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਲਾ ਰਾਏਪੁਰ ਦੀਆਂ ਇਹ ਖੇਡਾਂ 1933 ਤੋਂ ਚੱਲ ਰਹੀਆਂ ਹਨ ਅਤੇ ਅਸੀਂ ਇਨ੍ਹਾਂ ਨੂੰ ਰੋਕਣ ਵਾਲੇ ਕੌਣ ਹੁੰਦੇ ਹਾਂ? ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਾਈਵੇਟ ਸੰਸਥਾਵਾਂ ਨੂੰ ਖਰੀਦਣ ਵਾਲੀ ਪਹਿਲੀ ਸਰਕਾਰ ਹੈ। ਸੀਐਮ ਮਾਨ ਨੇ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦੀ ਜੰਮ ਕੇ ਆਲੋਚਨਾ ਕੀਤੀ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵਿਰਾਸਤੀ ਖੇਡਾਂ ਦੇ ਤਹਿਤ ਹੁਣ ਹੋਰ ਖੇਡਾਂ ਲਈ ਵੀ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਆਯੋਜਨਾਂ ਵਿਚ ਨਸ਼ਿਆਂ ਲਈ ਕੋਈ ਥਾਂ ਨਹੀਂ ਹੋਵੇਗੀ। 

 

ਕਿਹਾ : ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਰਹੋ ਤਿਆਰ

ਚੰਡੀਗੜ੍ਹ/ਬਿਊਰੋ ਨਿਊਜ਼ 

ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਆਗੂਆਂ ਦਾ ਸਰਕਾਰ ਨੂੰ ਕਹਿਣਾ ਹੈ ਕਿ ਇਹ ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋ। ਇਸੇ ਦੌਰਾਨ ਕਿਸਾਨਾਂ ਵਲੋਂ ਪੰਜਾਬ ਸਰਕਾਰ ਦੀ ਇਸ ਪਾਲਿਸੀ ਖਿਲਾਫ ਸੂਬੇ ਦੇ 116 ਪਿੰਡਾਂ ਵਿਚ ਟਰੈਕਟਰ ਮਾਰਚ ਕੱਢਿਆ ਗਿਆ। ਇਸ ਸਬੰਧੀ ਲੁਧਿਆਣਾ ਜ਼ਿਲ੍ਹਾ ਇਸ ਟਰੈਕਟਰ ਮਾਰਚ ਦਾ ਮੁੱਖ ਕੇਂਦਰ ਬਿੰਦੂ ਰਿਹਾ ਹੈ, ਜਿੱਥੇ 45 ਹਜ਼ਾਰ 861 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਹੈ। ਇਸ ਵਿਚ ਰਿਹਾਇਸ਼ੀ ਮੰਤਵ ਲਈ 24 ਹਜ਼ਾਰ 311 ਏਕੜ ਅਤੇ ਸਨਅਤੀ ਜ਼ੋਨ ਸਥਾਪਤ ਕਰਨ ਲਈ 21 ਹਜ਼ਾਰ 550 ਏਕੜ ਜ਼ਮੀਨ ਸ਼ਾਮਲ ਹੈ। ਇਸਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਇਹ ਟਰੈਕਟਰ ਮਾਰਚ ਹੁਣ ਤੱਕ ਦਾ ਸਭ ਤੋਂ ਵੱਡਾ ਮਾਰਚ ਹੋਵੇਗਾ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਲੋਕ ਆਪਣੀਆਂ ਉਪਜਾਊ ਜ਼ਮੀਨਾਂ ਖੋਹਣ ਅਤੇ ਆਪਣੇ ਘਰਾਂ ਤੋਂ ਉਜਾੜਨ ਦੀ ਸਰਕਾਰ ਦੀ ਇਸ ਕੋਸ਼ਿਸ਼ ਵਿਰੁੱਧ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਦੇ ਟਰੈਕਟਰ ਮਾਰਚ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।   

 

 

 

ਕਿਸਾਨ ਤੇ ਵਿਰੋਧੀ ਸਿਆਸੀ ਪਾਰਟੀਆਂ ਪਹਿਲਾਂ ਹੀ ਕਰ ਰਹੀਆਂ ਹਨ ਨੀਤੀ ਦਾ ਵਿਰੋਧ

ਚੰਡੀਗੜ੍ਹ/ਬਿਊਰੋ ਨਿਊਜ਼    

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਲੋਕ ਹਿੱਤ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨੋਟੀਫਾਈ ਕੀਤੀ ਗਈ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਅਜਿਹੇ ਸਮੇਂ ਆਈ ਹੈ ਜਦੋਂ ਕਿਸਾਨ ਅਤੇ ਵਿਰੋਧੀ ਸਿਆਸੀ ਪਾਰਟੀਆਂ ਪਹਿਲਾਂ ਹੀ ਲੈਂਡ ਪੂਲਿੰਗ ਨੀਤੀ ਨੂੰ ਲਾਗੂ ਕਰਨ ਦਾ ਸਖ਼ਤ ਵਿਰੋਧ ਕਰ ਰਹੀਆਂ ਹਨ। ਸਮਾਜਿਕ ਕਾਰਕੁਨ ਨਵਿੰਦਰ ਪੀਕੇ ਸਿੰਘ ਅਤੇ ਸਮਿਤਾ ਕੌਰ ਵੱਲੋਂ ਵਕੀਲਾਂ ਰਾਹੀਂ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੀ ਇਹ ਨੀਤੀ ਮੁੱਖ ਤੌਰ ’ਤੇ ਲੁਧਿਆਣਾ ਅਤੇ ਮੁਹਾਲੀ ਵਿੱਚ ਉਪਜਾਊ ਬਹੁ-ਫਸਲੀ ਖੇਤੀਬਾੜੀ ਜ਼ਮੀਨ ਦੀ ਪ੍ਰਾਪਤੀ ਦਾ ਰਾਹ ਪੱਧਰਾ ਕਰਨ ਵਾਲੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਲੁਧਿਆਣਾ ਦੇ 50 ਤੋਂ ਵੱਧ ਪਿੰਡਾਂ ਵਿੱਚ 24,000 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ‘ਸ਼ਹਿਰੀਕਰਨ ਅਤੇ ਵਿਕਾਸ ਦੀ ਆੜ ਵਿੱਚ’ ਐਕੁਆਇਰ ਕੀਤੀ ਜਾ ਰਹੀ ਸੀ। ਜਦੋਂ ਕਿ ਹੋਰ 21,000 ਏਕੜ ਜ਼ਮੀਨ ਨੂੰ ਸਨਅਤੀ ਪਸਾਰ ਲਈ ਵੱਖਰੇ ਤੌਰ ’ਤੇ ਰੱਖਿਆ ਗਿਆ ਸੀ।

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਕੈਬਨਿਟ ਮੀਟਿੰਗ ਹੋਈ ਹੈ। ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਵਿਚ ਲਏ ਗਏ ਫੈਸਲਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਜਾਬ ਕੈਬਨਿਟ ਨੇ ਸੂਬੇ ਦੇ ਸਾਰੇ 154 ਬਲਾਕਾਂ ਦਾ ਪੁਨਰਗਠਨ ਕਰਨ ਦਾ ਫੈਸਲਾ ਕੀਤਾ ਹੈ।  ਉਨ੍ਹਾਂ ਦੱਸਿਆ ਕਿ ਇਹ ਪੁਨਰਗਠਨ ਪਿਛਲੇ ਲੰਬੇ ਸਮੇਂ ਤੋਂ ਨਹੀਂ ਹੋਇਆ ਸੀ। ਇਸੇ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਬੀ.ਬੀ.ਐਮ.ਬੀ. ਨਾਲ ਸਬੰਧਿਤ ਸਾਰੇ ਡੈਮਾਂ ਦੀ ਸੁਰੱਖਿਆ ਪੰਜਾਬ ਪੁਲਿਸ ਹੀ ਕਰੇਗੀ। ਦੱਸਣਯੋਗ ਹੈ ਕਿ ਇਸ ਸੰਬੰਧੀ ਹਾਲ ਹੀ ’ਚ ਸਮਾਪਤ ਹੋਏ ਵਿਧਾਨ ਸਭਾ ਸੈਸ਼ਨ ’ਚ ਵੀ ਇਹ ਮਤਾ ਪਾਸ ਕੀਤਾ ਗਿਆ ਸੀ ਕਿ ਸੀ.ਆਈ.ਐਸ.ਐਫ. ਦਾ ਕੋਈ ਖਰਚਾ ਪੰਜਾਬ ਸਰਕਾਰ ਨਹੀਂ ਉਠਾਏਗੀ। ਚੀਮਾ ਨੇ ਦੱਸਿਆ ਕਿ ਇਸ ਗੱਲ ’ਤੇ ਵੀ ਚਰਚਾ ਕੀਤੀ ਗਈ ਕਿ ਭਾਖੜਾ ਮੇਨ ਲਾਈਨ ਨਾਲ ਸੰਬੰਧਿਤ ਖਰਚੇ, ਜੋ ਪਿਛਲੇ 8 ਸਾਲਾਂ ਤੋਂ ਹਰਿਆਣਾ ਸਰਕਾਰ ਨਹੀਂ ਦੇ ਰਹੀ ਸੀ, ਉਨ੍ਹਾਂ ਨੂੰ 113 ਕਰੋੜ ਰੁਪਏ ਦਾ ਬਿੱਲ ਭੇਜਿਆ ਗਿਆ ਹੈ।

 

ਅਗਲੀ ਮਿਤੀ ਦਾ ਅਜੇ ਤੱਕ ਨਹੀਂ ਕੀਤਾ ਗਿਆ ਐਲਾਨ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਜਾਣ ਕਾਰਨ 1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਦਾ ਅਗਲਾ ਸਮਾਂ ਅਤੇ ਮਿਤੀ ਤੈਅ ਹੋਣ ਉਪਰੰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ 1 ਅਗਸਤ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੂੰ ਤਲਬ ਕੀਤਾ ਗਿਆ ਹੈ, ਉਸ ਸਬੰਧੀ ਵੀ ਅਗਲਾ ਸਮਾਂ ਅਤੇ ਮਿਤੀ ਤੈਅ ਕਰਕੇ ਸਬੰਧਤਾਂ ਨੂੰ ਭੇਜੀ ਜਾਵੇਗੀ। 

 

 

ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਟੈਗੋਰ ਥੀਏਟਰ ਵਿਚ ਜੰਗਲਾਤ ਵਿਭਾਗ ਦੇ 942 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬ ’ਚ ਪੁਰਾਣੀਆਂ ਸਰਕਾਰਾਂ ’ਤੇ ਵੀ ਸਵਾਲ ਚੁੱਕੇ। ਸੀਐਮ ਮਾਨ ਨੇ ਕਿਹਾ ਪਿਛਲੀਆਂ ਸਰਕਾਰਾਂ ਨੇ ਸਿਰਫ ਖੁਦ ਦੇ ਫਾਇਦਿਆਂ ਲਈ ਹੀ ਕੰਮ ਕੀਤੇ ਅਤੇ ਜਨਤਾ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਲਗਾਤਾਰ ਨੌਕਰੀਆਂ ਦੇ ਰਹੇ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਨਵੇਂ ਨਿਯੁਕਤ ਉਮੀਦਵਾਰ ਹੋਰ ਵੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਦੁੱਖ-ਸੁੱਖ ਵਿਚ ਇਨ੍ਹਾਂ ਉਮੀਦਵਾਰਾਂ ਨਾਲ ਖੜ੍ਹੀ ਹੋਵੇਗੀ।   

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 48 ਘੰਟਿਆਂ ’ਚ ਮੰਗੀ ਰਿਪੋਰਟ

ਜਲੰਧਰ/ਬਿਊਰੋ ਨਿਊਜ਼

ਜਲੰਧਰ ਦੇ ਸਿਵਲ ਹਸਪਤਾਲ ਦੇ ਟਰੋਮਾ ਵਾਰਡ ਵਿਚ ਆਕਸੀਜਨ ਦੀ ਸਪਲਾਈ ਬੰਦ ਹੋਣ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹ ਤਿੰਨੋਂ ਮਰੀਜ਼ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਸਨ। ਡਿਊਟੀ ’ਤੇ ਮੌਜੂੁਦ ਡਾਕਟਰਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਤਕਨੀਕੀ ਨੁਕਸ ਕਾਰਨ ਹੋਇਆ ਹੈ ਤੇ ਇਸ ਨੁਕਸ ਨੂੰ ਤੁਰੰਤ ਠੀਕ ਕਰ ਦਿੱਤਾ ਗਿਆ। ਡਾਕਟਰਾਂ ਨੇ ਦੱਸਿਆ ਇਨ੍ਹਾਂ ਮਰੀਜ਼ਾਂ ਦੀ ਹਾਲਤ ਪਹਿਲਾਂ ਹੀ ਗੰਭੀਰ ਸੀ। ਮੀਡੀਆ ਰਿਪੋਰਟਾਂ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਆਕਸੀਜਨ ਦੀ ਸਪਲਾਈ ਬੰਦ ਹੋਣ ਤੋਂ ਬਾਅਦ ਅਲਾਰਮ ਵੱਜਦਾ ਹੈ, ਪਰ ਡਿਊਟੀ ’ਤੇ ਮੌਜੂਦ ਡਾਕਟਰਾਂ ਨੇ ਧਿਆਨ ਨਹੀਂ ਦਿੱਤਾ। ਇਸਦੇ ਚੱਲਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਜਲੰਧਰ ਦੇ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਹਸਪਤਾਲ ਵਿਚ ਆਕਸੀਜਨ ਦੀ ਸਪਲਾਈ ਬੰਦ ਹੋਣ ਕਾਰਨ ਤਿੰਨ ਮਰੀਜ਼ਾਂ ਦੀ ਹੋਈ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਸਿਹਤ ਮੰਤਰੀ ਨੇ ਇਸ ਘਟਨਾ ਨੂੰ ਲੈ ਕੇ 48 ਘੰਟਿਆਂ ’ਚ ਜਾਂਚ ਰਿਪੋਰਟ ਮੰਗ ਲਈ ਹੈ ਅਤੇ ਕਿਹਾ ਕਿ ਜੇਕਰ ਹਸਪਤਾਲ ਦੇ ਸਟਾਫ ਦੀ ਕੋਈ ਗਲਤੀ ਜਾਂ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।  

 

 

ਨਵੀਂ ਦਿੱਲੀ/ਬਿਊਰੋ ਨਿਊਜ਼ 

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਦੀ ਜੇਲ੍ਹ ’ਚ ਬੰਦ ਹਨ ਅਤੇ ਹਾਈਕੋਰਟ ਨੇ ਮਜੀਠੀਆ ਨੂੰ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ ਹੈ। ਮਜੀਠੀਆ ਦੀ ਗਿ੍ਰਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਮਜੀਠੀਆ ਦੇ ਵਕੀਲਾਂ ਵਲੋਂ ਪਟੀਸ਼ਨ ਵਿਚ ਸੋਧ ਲਈ ਹੋਰ ਸਮਾਂ ਮੰਗਣ ਤੋਂ ਬਾਅਦ, ਅਦਾਲਤ ਨੇ ਕੇਸ ਦੀ ਸੁਣਵਾਈ 26 ਅਗਸਤ ਤੱਕ ਮੁਲਤਵੀ ਕਰ ਦਿੱਤੀ। ਧਿਆਨ ਰਹੇ ਕਿ ਲੰਘੀ 25 ਜੂਨ ਨੂੰ ਵਿਜੀਲੈਂਸ ਵਲੋਂ ਮਜੀਠੀਆ ਨੂੰ ਉਨ੍ਹਾਂ ਦੇ ਅੰਮਿ੍ਰਤਸਰ ’ਚ ਸਥਿਤ ਘਰ ’ਚੋਂ ਗਿ੍ਰਫਤਾਰ ਕੀਤਾ ਗਿਆ ਸੀ। ਸਰਕਾਰ ਦਾ ਦਾਅਵਾ ਹੈ ਕਿ ਮਜੀਠੀਆ ਵਿਰੁੱਧ ਪੁਖਤਾ ਸਬੂਤ ਹਨ ਅਤੇ ਇਸ ਤਹਿਤ ਪੰਜਾਬ, ਹਿਮਾਚਲ, ਦਿੱਲੀ ਅਤੇ ਯੂਪੀ ਵਿਚ ਉਨ੍ਹਾਂ ਦੀ ਜਾਇਦਾਦ ਦੀ ਜਾਂਚ ਲਈ ਛਾਪੇਮਾਰੀ ਕੀਤੀ ਗਈ ਹੈ। ਮਜੀਠੀਆ ਦੇ ਵਕੀਲ ਇਸ ਨੂੰ ਰਾਜਨੀਤੀ ਤੋਂ ਪ੍ਰੇਰਿਤ ਮਾਮਲਾ ਦੱਸ ਰਹੇ ਹਨ।  

 

 

ਬੰਦੀ ਸਿੰਘਾਂ ਦੀ ਰਿਹਾਈ ਅਤੇ ਸਜ਼ਾ ਤਬਦੀਲੀ ਸਬੰਧੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਦੀ ਮੰਗ  

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਮਿ੍ਰਤਸਰ ’ਚ ਹੋਈ ਹੈ। ਐਸਜੀਪੀਸੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਗਈ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ 2019 ਵਿਚ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੀ ਗਈ। ਧਾਮੀ ਨੇ ਦੱਸਿਆ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ ਸਥਾਪਤ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਦੌਰਾਨ ਪਿਛਲੇ ਦਿਨੀਂ ਸ਼੍ਰੀਨਗਰ ਵਿਖੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਕਰਨ ਦੀ ਘਟਨਾ ਦੀ ਸਖਤ ਨਿੰਦਾ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਘਟਨਾ ਸਬੰਧੀ ਸਖਤ ਕਾਰਵਾਈ ਕਰਨ।

 

 

ਚੰਡੀਗੜ੍ਹ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਵਲੋਂ ‘ਪਰਾਊਡ ਟੂ ਬੀ ਅਕਾਲੀ’ ਲਹਿਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸਦੀ ਜਾਣਕਾਰੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੀ ਗਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੀ ਆਪਣੀ ਪੰਥਕ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਾਨਾਮੱਤੀ ਇਤਿਹਾਸ ਅਤੇ ਵਿਰਸੇ ਉਤੇ ਹਰ ਪੰਜਾਬੀ ਮਾਣ ਕਰਦਾ ਹੈ ਤੇ ਹਮੇਸ਼ਾ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਤੋਂ ਅਸ਼ੀਰਵਾਦ ਲੈ ਕੇ ਇਸੇ ਜਜ਼ਬੇ ਨੂੰ ਸਮਰਪਿਤ ‘ਪਰਾਊਡ ਟੂ ਬੀ ਅਕਾਲੀ’ ਲਹਿਰ ਦਾ ਅਗਾਜ਼ ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਦਫਤਰ ਚੰਡੀਗੜ੍ਹ ਤੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਅਣਗਿਣਤ ਵਰਕਰਾਂ ਨੇ ਆਪਣੀਆਂ ਗੱਡੀਆਂ ’ਤੇ ‘ਮੈਨੂੰ ਮਾਣ ਅਕਾਲੀ ਹੋਣ ਉਤੇ’  ਦੇ ਸਟਿੱਕਰ ਲਗਾ ਕੇ ਇਸਦੀ ਸ਼ੁਰੂਆਤ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮੁਹਿੰਮ ਨੂੰ ਪੰਜਾਬ ਦੇ ਹਰ ਸ਼ਹਿਰ, ਪਿੰਡ, ਮੁਹੱਲੇ ਅਤੇ ਘਰ-ਘਰ ਤੱਕ ਲਿਜਾਇਆ ਜਾਵੇਗਾ।  

 

ਨਵਾਂਸ਼ਹਿਰ/ਬਿਊਰੋ ਨਿਊਜ਼  

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਨਵਾਂਸ਼ਹਿਰ ਦਾ ਦੌਰਾ ਕੀਤਾ ਗਿਆ, ਜਿੱਥੇ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਖਟਕੜ ਕਲਾਂ ਵਿਚ ਸ਼ਹੀਦ ਭਗਤ ਸਿੰਘ ਹੈਰੀਟੇਜ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਇਹ ਵਿਰਾਸਤੀ ਕੰਪਲੈਕਸ 52 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ। ਇਸ ਮੌਕੇ ਸੀਐਮ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਦਾ ਸਨਮਾਨ ਵੀ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਲੈਕਸ ਨਾ ਸਿਰਫ ਭਗਤ ਸਿੰਘ ਦੀ ਸ਼ਹਾਦਤ ਨੂੰ ਯਾਦਗਾਰ ਬਣਾਏਗਾ, ਸਗੋਂ ਨੌਜਵਾਨ ਪੀੜ੍ਹੀ ਨੂੰ ਇਨਕਲਾਬੀ ਚੇਤੇ ਦੀ ਰਾਹ ਵਿਖਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਤਿਹਾਸਕ ਥਾਵਾਂ ਦੀ ਸੰਭਾਲ ਲਈ ਵਚਨਬੱਧਤਾ ਨਿਭਾਈ ਜਾ ਰਹੀ ਹੈ। ਸੀਐਮ ਨੇ ਕਿਹਾ ਕਿ ਅਜੇ ਤੱਕ ਆਮ ਲੋਕਾਂ ਤੱਕ ਆਜ਼ਾਦੀ ਨਹੀਂ ਪਹੁੰਚੀ ਅਤੇ ਅਸੀਂ ਆਮ ਲੋਕਾਂ ਦੇ ਘਰਾਂ ਤੱਕ ਆਜ਼ਾਦੀ ਪਹੁੰਚਾ ਰਹੇ ਹਾਂ। ਇਸ ਮੌਕੇ ’ਤੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁਖੀ ਅਤੇ ਆਮ ਆਦਮੀ ਪਾਰਟੀ ਦੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.