Saturday, 18 April 2026

ਚੋਣ ਪ੍ਰਚਾਰ ਹੋਇਆ ਬੰਦ-ਹੁਣ ਉਮੀਦਵਾਰ ਘਰ-ਘਰ ਜਾ ਕੇ ਮੰਗ ਸਕਣਗੇ ਵੋਟਾਂ

ਲੁਧਿਆਣਾ/ਬਿਊਰੋ ਨਿਊਜ਼ 

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਪਰਸੋਂ ਯਾਨੀ ਕਿ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਅੱਜ ਸ਼ਾਮੀਂ ਸਮਾਪਤ ਹੋ ਗਿਆ ਹੈ। ਹੁਣ ਕੋਈ ਵੀ ਸਿਆਸੀ ਪਾਰਟੀ ਚੋਣ ਰੈਲੀ ਨਹੀਂ ਕਰ ਸਕੇਗੀ, ਪਰ ਉਮੀਦਵਾਰ ਘਰ-ਘਰ ਜਾ ਕੇ ਵੋਟਾਂ ਜ਼ਰੂਰ ਮੰਗ ਸਕਣਗੇ। ਇਸ ਜ਼ਿਮਨੀ ਚੋਣ ਲਈ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੀ ਹੋਵੇਗਾ। ਵੈਸੇ ਤਾਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਵੀ ਆਪੋ-ਆਪਣੇ ਉਮੀਦਵਾਰ ਦੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿਚ ਹਨ।  ਧਿਆਨ ਰਹੇ ਕਿ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ। 

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ

ਲੁਧਿਆਣਾ/ਬਿਊਰੋ ਨਿਊਜ਼ 

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ। 

 

ਹੁਣ ਮੋਬਾਇਲ ਫੋਨਾਂ ਨੂੰ ਪੋਲਿੰਗ ਸਟੇਸ਼ਨਾਂ ਦੇ ਅੰਦਰ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ

ਚੰਡੀਗੜ੍ਹ/ਬਿਊਰੋ ਨਿਊਜ਼ 

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਪ੍ਰਸ਼ਾਸਨ ਨੇ ਵੋਟਰਾਂ ਲਈ ਇਕ ਵੱਖਰੀ ਸਹੂਲਤ ਦੇਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵੋਟ ਪਾਉਣ ਲਈ ਆਉਣ ਵਾਲੇ ਵੋਟਰ ਪੋਲਿੰਗ ਸਟੇਸ਼ਨਾਂ ਦੇ ਬਾਹਰ ਨਿਰਧਾਰਤ ਕਾਊਂਟਰਾਂ ’ਤੇ ਆਪਣੇ ਮੋਬਾਈਲ ਫੋਨ ਜਮ੍ਹਾਂ ਕਰਵਾ ਸਕਦੇ ਹਨ। ਹੁਣ ਮੋਬਾਇਲ ਫੋਨਾਂ ਨੂੰ ਪੋਲਿੰਗ ਸਟੇਸ਼ਨਾਂ ਦੇ ਅੰਦਰ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ, ਕਿਉਂਕਿ ਚੋਣ ਪ੍ਰਕਿਰਿਆ ਦੀ ਗੁਪਤਤਾ ਅਤੇ ਮਰਿਆਦਾ ਬਣਾਈ ਰੱਖਣ ਲਈ 100 ਮੀਟਰ ਦੇ ਘੇਰੇ ਅੰਦਰ ਮੋਬਾਇਲ ਫੋਨ ਬੰਦ ਰੱਖੇ ਜਾਣੇ ਚਾਹੀਦੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਮੋਬਾਈਲ ਫ਼ੋਨ ਜਮ੍ਹਾ ਕਰਾਉਣ ਦੀ ਸਹੂਲਤ ਲਾਗੂ ਕਰਨਾ ਸਾਡੇ ਵੋਟਰਾਂ ਦੀ ਸਹੂਲਤ ਨੂੰ ਬਿਹਤਰ ਬਣਾਉਣਾ ਹੈ। 

 

ਭਲਕੇ ਮੀਂਹ ਅਤੇ ਹਨ੍ਹੇਰੀ ਦੀ ਵੀ ਸੰਭਾਵਨਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਅਗਲੇ ਦੋ ਦਿਨ ਵੀ ਜ਼ਿਆਦਾ ਗਰਮੀ ਪੈ ਸਕਦੀ ਹੈ ਅਤੇ ਗਰਮੀ ਨੇ ਆਮ ਜਨ ਜੀਵਨ ’ਤੇ ਵੀ ਅਸਰ ਪਾਇਆ ਹੈ। ਇਸਦੇ ਚੱਲਦਿਆਂ ਮੌਸਮ ਵਿਭਾਗ ਨੇ ਲੂ ਨੂੰ ਲੈ ਕੇ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿਚ ਤਾਪਮਾਨ ’ਚ ਸਿਰਫ ਮਾਮੂਲੀ ਜਿਹੀ ਕਮੀ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ ਕਰੀਬ 5 ਡਿਗਰੀ ਜ਼ਿਆਦਾ ਹੈ। ਇਸ ਦੇ ਚੱਲਦਿਆਂ ਬਠਿੰਡਾ ਸਭ ਤੋਂ ਗਰਮ ਰਿਹਾ ਅਤੇ ਇੱਥੇ ਤਾਪਮਾਨ 46.8 ਡਿਗਰੀ ਰਿਕਾਰਡ ਕੀਤਾ ਗਿਆ। ਜ਼ਿਆਦਾ ਗਰਮੀ ਦੇ ਕਾਰਨ ਬਿਜਲੀ ਦੀ ਖਪਤ ਵੀ ਤੇਜ਼ੀ ਨਾਲ ਵਧੀ ਹੈ ਅਤੇ ਕਈ ਸਥਾਨਾਂ ’ਤੇ ਬਿਜਲੀ ਦੀ ਕਟੌਤੀ ਵੀ ਹੋ ਰਹੀ ਹੈ। ਹਾਲਾਂਕਿ ਬਿਜਲੀ ਵਿਭਾਗ ਦਾ ਕਹਿਣਾ ਹੈ ਕਿ ਸਾਡੇ ਕੋਲ 17 ਹਜ਼ਾਰ ਮੈਗਾਵਾਟ ਤੱਕ ਬਿਜਲੀ ਸਪਲਾਈ ਕਰਨ ਦੀ ਸਮਰੱਥਾ ਹੈ ਅਤੇ ਅਸੀਂ ਹਾਲਾਤ ਨਾਲ ਨਿਪਟਣ ਲਈ ਤਿਆਰ ਹਾਂ। ਮੌਸਮ ਵਿਭਾਗ ਦੇ ਮੁਤਾਬਕ 14 ਅਤੇ 15 ਜੂਨ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਹਲਕੇ ਮੀਂਹ ਦੀ ਵੀ ਸੰਭਾਵਨਾ ਹੈ।  

 

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ 

ਅੰਮਿ੍ਰਤਸਰ/ਬਿਊਰੋ ਨਿਊਜ਼  

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।

 

ਦੋ ਘੰਟਿਆਂ ਬਾਅਦ ਹੈਲੀਕਾਪਟਰ ਹੋਇਆ ਰਵਾਨਾ

ਪਠਾਨਕੋਟ/ਬਿਊਰੋ ਨਿਊਜ਼

ਪਠਾਨਕੋਟ ਵਿਚ ਅੱਜ ਸ਼ੁੱਕਰਵਾਰ ਨੂੰ ਏਅਰਫੋਰਸ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੋਈ ਹੈ। ਇਸ ਹੈਲੀਕਾਪਟਰ ਨੇ ਪਠਾਨਕੋਟ ਏਅਰਫੋਰਸ ਸਟੇਸ਼ਨ ਤੋਂ ਉਡਾਨ ਭਰੀ ਸੀ। ਜਿਵੇਂ ਹੀ ਇਹ ਉਡਾਨ ਪਿੰਡ ਹਲੇੜ ਦੇ ਨੇੜੀ ਪਹੁੰਚੀ ਤਾਂ ਹੈਲੀਕਾਪਟਰ ਵਿਚ ਤਕਨੀਕੀ ਨੁਕਸ ਪੈ ਗਿਆ। ਇਸ ਤੋਂ ਬਾਅਦ ਪਾਇਲਟ ਨੇ ਉਸ ਹੈਲੀਕਾਪਟਰ ਨੂੰ ਖੇਤ ’ਚ ਲੈਂਡ ਕਰਾ ਦਿੱਤਾ। ਸੂਚਨਾ ਮਿਲਦੇ ਹੀ ਫੌਜ ਅਤੇ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਨੇੜਲਾ ਇਲਾਕਾ ਸੀਲ ਕਰ ਦਿੱਤਾ। ਕਰੀਬ ਦੋ ਘੰਟਿਆਂ ਤੋਂ ਬਾਅਦ ਇਹ ਹੈਲੀਕਾਪਟਰ ਰਵਾਨਾ ਹੋ ਗਿਆ। ਦੱਸਣਯੋਗ ਹੈ ਕਿ ਪਠਾਨਕੋਟ ’ਚ ਜੋ ਅਪਾਚੇ ਹੈਲੀਕਾਪਟਰ ਲੈਂਡ ਕਰਵਾਉਣਾ ਪਿਆ, ਉਹ ਹੈਲੀਕਾਪਟਰ ਵੀ ਬੋਇੰਗ ਕੰਪਨੀ ਹੀ ਬਣਾਉਂਦੀ ਹੈ। ਲੰਘੇ ਕੱਲ੍ਹ ਜਿਹੜਾ ਜਹਾਜ਼ ਅਹਿਮਦਾਬਾਦ ਵਿਚ ਕ੍ਰੈਸ਼ ਹੋਇਆ ਹੈ, ਉਹ ਵੀ ਬੋਇੰਗ ਕੰਪਨੀ ਦਾ ਹੀ ਸੀ। ਧਿਆਨ ਰਹੇ ਕਿ ਲੰਘੀ 6 ਜੂਨ ਨੂੰ ਯੂਪੀ ਦੇ ਸਹਾਰਨਪੁਰ ਵਿਚ ਅਪਾਚੇ ਹੈਲੀਕਾਪਟਰ ਦੀ ਲੈਂਡਿੰਗ ਹੋਈ ਸੀ ਅਤੇ ਮਾਰਚ ਮਹੀਨੇ ਦੌਰਾਨ ਪੰਚਕੂਲਾ ਵਿਚ ਵੀ ਏਅਰਫੋਰਸ ਦਾ ਫਾਈਟਰ ਜੈਟ ਜਗੁਆਰ ਵੀ ਕ੍ਰੈਸ਼ ਹੋ ਗਿਆ ਸੀ।  

ਆਰੋਪੀ ਵਿਅਕਤੀ ਖਿਲਾਫ ਮੰਗੀ ਗਈ ਕਾਰਵਾਈ 

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵਲੋਂ ਇਕ ਸਿੱਖ ਵਿਅਕਤੀ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਆਖਿਆ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅੰਗ ਅਤੇ ਸਿੱਖ ਪਛਾਣ ਦਾ ਪ੍ਰਤੀਕ ਹੈ, ਜਿਸਦੀ ਅਜਿਹੀਆਂ ਹਰਕਤਾਂ ਨਾਲ ਬੇਅਦਬੀ ਕਰਨਾ ਸਮੁੱਚੀ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਸੱਟ ਮਾਰਨ ਦੇ ਬਰਾਬਰ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੇ ਮੰਤਰੀਆਂ ਦਾ ਫਰਜ਼ ਹੈ ਕਿ ਉਹ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਕਰਨ ਅਤੇ ਸਮਾਜ ਵਿਰੋਧੀ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਖਿਲਾਫ਼ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਅੰਦਰ ਕੋਈ ਵੀ ਅਜਿਹੀ ਮਾਨਵ ਵਿਰੋਧੀ ਹਰਕਤ ਨਾ ਕਰੇ। 

ਕਿਹਾ : ਅਕਾਲੀ ਦਲ ਦੇ ਰਾਜ ’ਚ ਪੰਜਾਬ ਸਿਰ ਚੜ੍ਹਿਆ ਹੈ ਕਰਜ਼ਾ

ਚੰਡੀਗੜ੍ਹ/ਬਿਊਰੋ ਨਿਊਜ਼

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ਸਿਰ ਚੜ੍ਹੇ ਕਰਜ਼ੇ ਨੂੰ ਲੈ ਕੇ ਚੁੱਕੇ ਸਵਾਲਾ ਦਾ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਪੰਜਾਬ ਸਿਰ ਕਰਜ਼ਾ ਚੜ੍ਹਨਾ ਸ਼ੁਰੂ ਹੋਇਆ ਸੀ। ਮੀਤ ਹੇਅਰ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਇਸ ਕਰਜ਼ੇ ਦੀ ਵਰਤੋਂ ਉਨ੍ਹਾਂ ਨੇ ਆਪਣੇ ਕਾਰੋਬਾਰਾਂ ਨੂੰ ਲਾਭ ਪਹੁੰਚਾਉਣ ਲਈ ਕੀਤੀ ਸੀ। ਉਨ੍ਹਾਂ ਕਿਹਾ ਕਿ  ‘ਆਪ’ ਸਰਕਾਰ ਵੱਲੋਂ ਕਿਸਾਨਾਂ ਲਈ ਨਿਰਵਿਘਨ 12-13 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਪੰਜਾਬ ਦੇ ਹਜ਼ਾਰਾਂ ਪਿੰਡਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੀਤ ਹੇਅਰ ਨੇ ਵਿਰੋਧੀ ਸਿਆਸੀ ਆਗੂਆਂ ਨੂੰ ਪਿੰਡਾਂ ਦਾ ਦੌਰਾ ਕਰਨ ਅਤੇ ‘ਆਪ’ ਸਰਕਾਰ ਦੁਆਰਾ ਲਿਆਂਦੀ ਗਈ ਤਬਦੀਲੀ ਨੂੰ ਦੇਖਣ ਦਾ ਸੱਦਾ ਦਿੱਤਾ ਹੈ। 

 

ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਝਟਕਾ

ਚੰਡੀਗੜ੍ਹ/ਬਿਊਰੋ ਨਿਊਜ਼ 

ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਰਜਿੰਦਰ ਦੀਪਾ ਸਮੇਤ ਕਈ ਹੋਰ ਆਗੂ ਵੀ ਕਾਂਗਰਸ ਸ਼ਾਮਲ ਹੋਏ ਹਨ।

 

ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਫੈਸਲਾ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੰਤਿ੍ਰੰਗ ਕਮੇਟੀ ਦੀ ਅੰਮਿ੍ਰਤਸਰ ’ਚ ਇਕੱਤਰਤਾ ਹੋਈ ਹੈ। ਇਕੱਤਰਤਾ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਬੰਧੀ ਸੇਵਾ ਨਿਯਮ ਅਤੇ ਨਿਯੁਕਤੀ ਤੇ ਸੇਵਾ ਮੁਕਤੀ ਨੂੰ ਲੈ ਕੇ ਸਬ ਕਮੇਟੀ ਗਠਤ ਕੀਤੀ ਜਾਵੇਗੀ। ਇਹ ਸਬ ਕਮੇਟੀ ਆਏ ਸੁਝਾਵਾਂ ਦੀ ਪੜਚੋਲ ਕਰਕੇ ਅਤੇ ਜਥੇਬੰਦੀਆਂ ਦੀ ਰਾਏ ਉਪਰੰਤ ਇਕ ਸਾਂਝੀ ਰਾਏ ਬਣਾਵੇਗੀ। ਜਿਸ ਤੋਂ ਬਾਅਦ ਨਵੇਂ ਜਥੇਦਾਰ ਦੀ ਨਿਯੁਕਤੀ ਕੀਤੀ ਜਾਵੇਗੀ। ਧਾਮੀ ਨੇ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਬਤੌਰ ਕਾਰਜਕਾਰੀ ਜਥੇਦਾਰ ਚੰਗੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਜੋ ਅਗਾਂਹ ਵੀ ਜਾਰੀ ਰਹਿਣਗੀਆਂ। 

 

ਪੰਜਾਬ ਸਰਕਾਰ ਦੇ ਨਸ਼ਿਆਂ ਸਬੰਧੀ ਦਾਅਵੇ ਨੂੰ ਦੱਸਿਆ ਮਜ਼ਾਕ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਗਿਆ ਹੈ। ਜਾਖੜ ਨੇ ਕਿਹਾ ਕਿ ਪੱਤਰ ਵਿਚ ਉਨ੍ਹਾਂ ਲਿਖਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦੀ ਨਿਗਰਾਨੀ ਹੇਠ ਡਰੱਗ ਮਨੀ ਟ੍ਰੇਲ ਦੀ ਜਾਂਚ ਕੀਤੀ ਜਾਵੇ ਤਾਂ ਜੋ ਪੰਜਾਬ ਲਈ ਇਸ ਖਤਰੇ ਵਿਚ ਸ਼ਾਮਿਲ ਲੋਕਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ ਡਰੱਗ ਕਾਰਟੈਲ ਕਿਸੇ ਨਾ ਕਿਸੇ ਕਿਸਮ ਦੀ ਸਰਪ੍ਰਸਤੀ ਤੋਂ ਬਿਨਾਂ ਵਧ ਨਹੀਂ ਸਕਦੇ। ਪੰਜਾਬ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਈ ਹਜ਼ਾਰਾਂ ਕਰੋੜ ਰੁਪਏ ਵਿਚ ਜਾਂਦੀ ਹੈ। ਇਸ ਨੂੰ ਸਿਰਫ ਇਤਫਾਕ ਵਜੋਂ ਖਾਰਜ ਨਹੀਂ ਕੀਤਾ ਜਾ ਸਕਦਾ ਕਿ ਉਸੇ ਸਮੇਂ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਦੇ ਬਹੁਤ ਸਾਰੇ ਸਿਆਸਤਦਾਨਾਂ ਦੀ ਕਿਸਮਤ ਬਦਲ ਗਈ ਹੈ। ਜਿਹੜੇ ਵਿਧਾਇਕ ਸਾਈਕਲਾਂ ’ਤੇ ਆਉਂਦੇ ਸਨ, ਹੁਣ ਕਰੋੜਾਂ ਦੀਆਂ ਲਗਜ਼ਰੀ ਕਾਰਾਂ ਦੇ ਮਾਲਕ ਹਨ। ਜਾਖੜ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਾਈ ਵਿਚ ਸਰਕਾਰ ਦਾ ਦਾਅਵਾ ਇਕ ਮਜ਼ਾਕ ਹੀ ਰਹਿੰਦਾ ਹੈ। 

ਕਿਹਾ : ਆਮ ਆਦਮੀ ਪਾਰਟੀ ਨੇ ਪੰਜਾਬ ’ਚ ਵਿੱਤੀ ਸੰਕਟ ਪੈਦਾ ਕੀਤਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਅਪਰੈਲ ਅਤੇ ਮਈ ਮਹੀਨੇ ਵਿੱਚ 11,200 ਕਰੋੜ ਰੁਪਏ ਦਾ ਕਰਜ਼ਾ ਲੈਣ ’ਤੇ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਝੂਠਾ ਪ੍ਰਚਾਰ ਕਰ ਰਹੀ ਹੈ ਕਿ ਅਪਰੈਲ ਅਤੇ ਮਈ ਮਹੀਨੇ ਵਿਚ ਸਿਰਫ 1000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਪਹਿਲਾਂ ਹੀ ‘ਆਪ’ ਸਰਕਾਰ ਵਿਰੁੱਧ ਡਟੇ ਹੋਏ ਹਨ ਕਿਉਂਕਿ ਉਨ੍ਹਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਵਿੱਚ ਕਈ ਮਹੀਨਿਆਂ ਦੀ ਦੇਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਕਰਜ਼ੇ ਨੂੰ ਥੋੜ੍ਹੇ ਸਮੇਂ ਵਿੱਚ ਇਕੱਠਾ ਕਰਨ ਦਾ ਇੱਕ ਮੁੱਖ ਕਾਰਨ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਪੈਨਸ਼ਨਾਂ ਦੇਣਾ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ’ਚ ਵਿੱਤੀ ਸੰਕਟ ਪੈਦਾ ਕਰ ਦਿੱਤਾ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.