Saturday, 18 April 2026

ਦਲਿਤ ਪਰਿਵਾਰਾਂ ਦਾ 67 ਕਰੋੜ ਰੁਪਏ ਦਾ ਕਰਜ਼ਾ ਮੁਆਫ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਕੈਬਨਿਟ ਨੇ ਅੱਜ ਮੰਗਲਵਾਰ ਨੂੰ ਉਨ੍ਹਾਂ 4750 ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਤੋਂ ਕਰਜ਼ਾ ਲਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਕਿਹਾ ਕਿ ਦਲਿਤ ਪਰਿਵਾਰਾਂ ਵੱਲੋਂ ਲਏ ਗਏ 67 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਨੇ 31 ਮਾਰਚ 2020 ਤੱਕ ਦੇ ਬਕਾਇਆ ਕਰਜ਼ਿਆਂ ਨੂੰ ਮਾਫ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ ਇਹ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਕਰਜ਼ਾ ਮੁਆਫ਼ੀ ਲਈ ਭੱਜ-ਦੌੜ ਕਰ ਰਹੇ ਸਨ ਕਿਉਂਕਿ ਉਹ ਕਰਜ਼ਾ ਵਾਪਸ ਨਹੀਂ ਕਰ ਸਕੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਾਲ ਮਾਰਚ ਵਿਚ ਵਿੱਤੀ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕੀਤੇ ਜਾਣ ਮੌਕੇ ਇਨ੍ਹਾਂ ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਸੀ।

ਕਿਹਾ : ਵਿੱਤੀ ਸੂਝ-ਬੂਝ ਕਰਕੇ ਮਾਲੀਏ ’ਚ ਵਾਧਾ ਹੋਇਆ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਮਈ ਮਹੀਨੇ ਦੌਰਾਨ ਪਿਛਲੇ ਵਰ੍ਹੇ ਨਾਲੋਂ 25.31 ਫੀਸਦ ਵੱਧ ਜੀਐੱਸਟੀ ਮਾਲੀਆ ਇਕੱਠਾ ਹੋਇਆ ਹੈ। ਇਸ ਸਾਲ ਮਈ ਮਹੀਨੇ 2006.31 ਕਰੋੜ ਰੁਪਏ ਜੀਐੱਸਟੀ ਮਾਲੀਆ ਇਕੱਠਾ ਹੋਇਆ ਹੈ, ਜੋ ਪਿਛਲੇ ਵਰ੍ਹੇ ਨਾਲੋਂ 405.17 ਕਰੋੜ ਰੁਪਏ ਵੱਧ ਹੈ। ਪਿਛਲੇ ਸਾਲ ਮਈ ਮਹੀਨੇ 1601.14 ਕਰੋੜ ਰੁਪਏ ਜੀਐੱਸਟੀ ਮਾਲੀਏ ਦੇ ਰੂਪ ਇਕੱਠੇ ਹੋਏ ਸਨ। ਉਸ ਤੋਂ ਪਿਛਲੇ ਸਾਲ ਮਈ 2023 ਵਿੱਚ ਜੀਐੱਸਟੀ ਦੇ 1,480 ਕਰੋੜ ਰੁਪਏ ਇਕੱਠੇ ਹੋਏ ਸਨ। ਇਸ ਬਾਰੇ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤੀ ਸੂਝ-ਬੂਝ ਅਤੇ ਆਰਥਿਕ ਸੁਧਾਰ ਕਰਕੇ ਲਗਾਤਾਰ ਸੂਬੇ ਦੇ ਮਾਲੀਏ ਵਿੱਚ ਵਾਧਾ ਹੋ ਰਿਹਾ ਹੈ।   

 

ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਦੀ ਘਟਨਾ ਆਈ ਸਾਹਮਣੇ

ਅੰਮਿ੍ਰਤਸਰ/ਬਿਊਰੋ ਨਿਊਜ਼   

ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਦੇ ਬਾਹਰ ਬੇਅਦਬੀ ਹੋਣ ਦੀ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਅਤੇ ਇਸ ਮੰਦਭਾਗੀ ਘਟਨਾ ਦੀ ਪੁਰਜ਼ੋਰ ਨਾਲ ਨਿੰਦਾ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕ ਵਿਅਕਤੀ ਵਲੋਂ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਉਸ ਵਿਅਕਤੀ ਵਲੋਂ ਗੁਟਕਾ ਸਾਹਿਬ ਦੇ ਅੰਗ ਫਾੜੇ ਗਏ ਹਨ। ਜਦਕਿ ਮੌਕੇ ’ਤੇ ਹੀ ਸੰਗਤ ਵਲੋਂ ਉਸ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਵਲੋਂ ਉਸ ਵਿਅਕਤੀ ਕੋਲੋਂ ਪੁਛਗਿੱਛ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਡੀ.ਸੀ.ਪੀ. ਜਸਰੂਪ ਕੌਰ ਬਾਠ ਨੇ ਦੱਸਿਆ ਕਿ ਫਿਲਹਾਲ ਦੋਸ਼ੀ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਦੀ ਟੀਮ ਜਾਂਚ ਕਰ ਰਹੀ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਾ ਚਾਹੀਦਾ ਬਲਕਿ ਵੱਧ ਤੋਂ ਵੱਧ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਇਸ ਘਟਨਾ ਦੇ ਪਿਛੇ ਜੋ ਮੁੱਖ ਦੋਸ਼ੀ ਹਨ, ਉਹਨਾਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ।      

 

ਲੁਧਿਆਣਾ ’ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਰੋਡ ਸ਼ੋਅ

ਲੁਧਿਆਣਾ/ਬਿਊਰੋ ਨਿਊਜ਼ 

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੀ ਆਪਣਾ ਨਾਮਜ਼ਦਗੀ ਪਰਚਾ ਭਰ ਦਿੱਤਾ ਹੈ। ਇਸ ਮੌਕੇ ਸੰਜੀਵ ਅਰੋੜਾ ਨਾਲ ਸਥਾਨਕ ਵਿਅਕਤੀਆਂ ਦੀ ਵੱਡੀ ਭੀੜ ਦੇਖੀ ਗਈ। ਸੰਜੀਵ ਅਰੋੜਾ ਦੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰ ਦੇ ਹੱਕ ਵਿਚ ਰੋਡ ਸ਼ੋਅ ਵੀ ਕੱਢਿਆ ਗਿਆ। ਇਸ ਰੋਡ ਸ਼ੋਅ ਵਿਚ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅੱਜ ਅਸੀਂ ਲੰਬਾ-ਚੌੜਾ ਭਾਸ਼ਣ ਦੇਣ ਨਹੀਂ ਆਏ ਹਾਂ। ਆਮ ਆਦਮੀ ਪਾਰਟੀ ਨੂੰ ਲੋਕਾਂ ਦੇ ਸਮਰਥਨ ਅਤੇ ਪਿਆਰ ਦੀ ਜ਼ਰੂਰਤ ਹੈ। ਇਸੇ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਵੀ ਕੀਤੀ। ਇਸੇ ਦੌਰਾਨ ਉਨ੍ਹਾਂ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਸਵਾਲ ਚੁੱਕੇ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਲੰਘੇ ਕੱਲ੍ਹ ਆਪਣੇ ਨਾਮਜ਼ਦਗੀ ਪਰਚੇ ਭਰ ਦਿੱਤੇ ਸਨ।  

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ/ਬਿਊਰੋ ਨਿਊਜ਼ 

ਜੇਈਈ ਐਡਵਾਂਸਡ ਦੇ ਲੰਘੇ ਦਿਨ ਆਏ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਹਰਜੋਤ ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਆਮ ਪਰਿਵਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ਦੇ ਘਰ ਦੀ ਸਾਲਾਨਾ ਆਮਦਨ ਇਕ ਲੱਖ ਰੁਪਏ ਤੋਂ ਵੀ ਘੱਟ ਹੈ। ਅਜਿਹੇ ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਦੀ ਪ੍ਰੀਖਿਆ ਪਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਅਪਰੈਲ ਮਹੀਨੇ ਵਿੱਚ ਵਿਸ਼ੇਸ਼ ਸਿਖਲਾਈ ਦਿੱਤੀ ਗਈ ਸੀ ਜਿਸ ਸਦਕਾ ਇਹ ਵਿਦਿਆਰਥੀ ਪ੍ਰੀਖਿਆ ਪਾਸ ਕਰਨ ਵਿੱਚ ਕਾਮਯਾਬ ਹੋ ਸਕੇ ਹਨ। ਇਸ ਤੋਂ ਪਹਿਲਾਂ ਜੇ.ਈ.ਈ. ਮੇਨਸ ਦੀ ਪ੍ਰੀਖਿਆ ਵਿੱਚ ਪੰਜਾਬ ਦੇ 260 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਸੀ।

 

ਵਿਦੇਸ਼ਾਂ ’ਚ ਰਹਿੰਦੇ ਪੰਜਾਬੀ ਵੀ ਸਿੱਧੇ ਤੌਰ ’ਤੇ ਜੁੜ ਸਕਣਗੇ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਵਲੋਂ ਐਨ.ਆਰ.ਆਈਜ਼ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਮੁਸ਼ਕਲਾਂ ਦਾ ਹੱਲ ਕਰਨ ਲਈ 6ਵੀਂ ਐਨ.ਆਰ.ਆਈ. ਔਨਲਾਈਨ ਮਿਲਣੀ ਭਲਕੇ ਸ਼ਨੀਵਾਰ ਨੂੰ ਹੋਣ ਜਾ ਰਹੀ ਹੈ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਐਨ.ਆਰ.ਆਈ. ਔਨਲਾਈਨ ਮਿਲਣੀ ਦਾ ਆਯੋਜਨ ਭਲਕੇ 31 ਮਈ ਦਿਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਐਨ.ਆਰ.ਆਈ. ਮਿਲਣੀ ਦੇ ਲਈ ਵਿਦੇਸ਼ਾਂ ’ਚ ਵਸੇ ਪੰਜਾਬੀਆਂ ਨੂੰ ਸਮੱਸਿਆਵਾਂ ਦਾ ਹੱਲ ਕਰਾਉਣ ਲਈ ਪੰਜਾਬ ਆਉਣਾ ਪੈਂਦਾ ਸੀ। ਪਰ ਹੁਣ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਔਨਲਾਈਨ ਵੀ ਕੀਤਾ ਜਾ ਰਿਹਾ ਹੈ। ਧਾਲੀਵਾਲ ਹੋਰਾਂ ਕਿਹਾ ਕਿ ਹੁਣ ਐਨ.ਆਈ.ਆਈ. ਨਾਗਰਿਕਾਂ ਨੂੰ ਸਰਕਾਰ ਨਾਲ ਸਿੱਧੇ ਜੁੜਨ ਦਾ ਮੌਕਾ ਮਿਲ ਰਿਹਾ ਹੈ।

ਚਰਨਜੀਤ ਸਿੰਘ ਚੰਨੀ ਖਿਲਾਫ ਬਿਆਨਬਾਜ਼ੀ ਕਰਨ ਦੇ ਲੱਗੇ ਸਨ ਆਰੋਪ

ਜਲੰਧਰ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਨੇ ਫਿਲੌਰ ਦੇ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਸੰਸਦੀ ਚੋਣਾਂ ਤੋਂ ਇੱਕ ਮਹੀਨਾ ਪਹਿਲਾਂ ਅਪਰੈਲ 2024 ਵਿੱਚ ਵਿਕਰਮਜੀਤ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਅਤੇ ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਚੌਧਰੀ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਪਾਰਟੀ ਦੀ ਟਿਕਟ ਦੀ ਮੰਗ ਕੀਤੀ ਸੀ। ਇਸ ਦੌਰਾਨ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਟਿਕਟ ਦੇਣ ਦਾ ਐਲਾਨ ਕੀਤੇ ਜਾਣ ਪਿੱਛੋਂ ਚੌਧਰੀ ਨੇ ਚੰਨੀ ਦੀ ਉਮੀਦਵਾਰੀ ਵਿਰੁੱਧ ਖੁਲ੍ਹ ਕੇ ਬਿਆਨਬਾਜ਼ੀ ਕੀਤੀ ਸੀ। ਇਸ ਕਾਰਨ ਵਿਕਰਮਜੀਤ ਚੌਧਰੀ ਖਿਲਾਫ ਪਾਰਟੀ ਨੇ ਇਹ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਉਂਦਿਆਂ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਚੋਣ ਚੰਨੀ ਨੇ ਵੱਡੇ ਫਰਕ ਨਾਲ ਜਿੱਤ ਲਈ ਸੀ। 

ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਟਾਕਾ ਫੈਕਟਰੀ ’ਚ ਹੋਏ ਧਮਾਕੇ ਕਾਰਨ 5 ਵਿਅਕਤੀਆਂ ਦੀ ਹੋਈ ਮੌਤ ’ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸੁਖਬੀਰ ਬਾਦਲ ਨੇ ਇਸ ਧਮਾਕੇ ਕਾਰਨ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ ਤਾਂ ਜੋ ਅੱਗੇ ਤੋਂ ਅਜਿਹਾ ਹਾਦਸਾ ਨਾ ਵਾਪਰ ਸਕੇ। 

 

ਜਾਖੜ ਨੇ ਕਿਹਾ : ਦਿੱਲੀ ਦੇ ਲੋਕਾਂ ਨੇ ਪੰਜਾਬ ਦੀ ਸਰਕਾਰ ਨੂੰ ਕੀਤਾ ਹਾਈਜੈਕ

ਲੁਧਿਆਣਾ/ਬਿਊਰੋ ਨਿਊਜ਼ 

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੇ ਵੀ  ਆਪਣੇ ਨਾਮਜ਼ਦਗੀ ਪਰਚੇ ਅੱਜ ਭਰ ਦਿੱਤੇ ਹਨ। ਇਸ ਮੌਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ  ਅਤੇ ਹੋਰ ਭਾਜਪਾ ਆਗੂ ਹਾਜ਼ਰ ਰਹੇ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਹੁਣ ਮੌਕਾ ਹੈ ਕਿ ਉਹ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣ। ਜਾਖੜ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਪੰਜਾਬ ਸਰਕਾਰ ਨੂੰ ਹਾਈਜੈਕ ਕੀਤਾ ਹੋਇਆ ਹੈ। ਉਨ੍ਹਾਂ ਆਰੋਪ ਲਗਾਇਆ ਕਿ ਪੰਜਾਬ ਸਰਕਾਰ ’ਚ ਵੱਡੀ ਪੱਧਰ ’ਤੇ ਭਿ੍ਰਸ਼ਟਾਚਾਰ ਹੋ ਰਿਹਾ ਹੈ। ਇਸੇ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਜਪਾ ਹਾਈਕਮਾਨ ਨੇ 35 ਸਾਲ ਪੁਰਾਣੇ ਵਰਕਰ ਨੂੰ ਟਿਕਟ ਦਿੱਤਾ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਜੀਵਨ ਗੁਪਤਾ ਦਾ ਕਹਿਣਾ ਸੀ ਕਿ ਅਸੀਂ ਵੱਡੇ ਫਰਕ ਨਾਲ ਇਹ ਜ਼ਿਮਨੀ ਚੋਣ ਜਿੱਤਾਂਗੇ।  

ਫੈਕਟਰੀ ਦੀ ਇਮਾਰਤ ਦਾ ਵੱਡਾ ਹਿੱਸਾ ਬਣਿਆ ਮਲਬਾ

ਲੰਬੀ/ਬਿਊਰੋ ਨਿਊਜ਼   

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਸਿੰਘੇਵਾਲਾ-ਫਤੂਹੀਵਾਲਾ ਦੇ ਖੇਤਾਂ ਵਿਚ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਲੰਘੀ ਦੇਰ ਰਾਤ ਵੱਡਾ ਧਮਾਕਾ ਹੋ ਗਿਆ। ਇਸ ਧਮਾਕੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਬਠਿੰਡਾ ਦੇ ਏਮਜ਼ ਵਿੱਚ ਭੇਜਿਆ ਗਿਆ ਹੈ। ਧਮਾਕੇ ਕਾਰਨ ਫੈਕਟਰੀ ਦੀ ਦੋ ਮੰਜ਼ਿਲਾਂ ਇਮਾਰਤ ਮਲਬੇ ਵਿਚ ਤਬਦੀਲ ਹੋ ਗਈ। ਇਹ ਹਾਦਸਾ ਰਾਤ ਕਰੀਬ ਇੱਕ ਵਜੇ ਫੈਕਟਰੀ ਦੇ ਪਟਾਕਾ ਮੇਕਿੰਗ ਯੂਨਿਟ ਵਿਚ ਹੋਇਆ। ਇਹ ਫੈਕਟਰੀ ਪਿੰਡ ਸਿੰਘੇਵਾਲਾ-ਫਤੂਹੀਵਾਲਾ ਦੇ ਆਮ ਆਦਮੀ ਪਾਰਟੀ ਦੇ ਆਗੂ ਦੀ ਮਲਕੀਅਤ ਦੱਸੀ ਜਾ ਰਹੀ ਹੈ। ਇਸ ਭਿਆਨਕ ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣਾਈ ਦਿੱਤੀ। ਫੈਕਟਰੀ ਦੇ ਪੈਕਿੰਗ ਯੂਨਿਟ ਦੇ ਪਰਵਾਸੀ ਕਾਰੀਗਰਾਂ ਮੁਤਾਬਕ ਇੱਥੇ ਕਰੀਬ 40 ਮੁਲਾਜ਼ਮ ਦੋ ਸ਼ਿਫਟਾਂ ਵਿੱਚ ਕੰਮ ਕਰਦੇ ਹਨ, ਜਿਨ੍ਹਾਂ ਵਿੱਚੋਂ ਕੁਝ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਇੱਥੇ ਰਹਿੰਦੇ ਵੀ ਸਨ। 

 

ਲੈਂਡ ਪੂਲਿੰਗ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ’ਚ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ।  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਿਸੀ ਮੁੱਖ ਤੌਰ ’ਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਭੂ-ਮਾਫੀਆ ਵਿਰੁੱਧ ਬਣਾਈ ਗਈ ਹੈ। ਇਹ ਨੀਤੀ ਪੂਰੀ ਤਰ੍ਹਾਂ ਸਵੈ-ਇੱਛਤ ਭਾਗੀਦਾਰੀ ’ਤੇ ਆਧਾਰਿਤ ਹੈ, ਜਿੱਥੇ ਕਿਸਾਨ ਆਪਣੀ ਮਰਜ਼ੀ ਨਾਲ ਹੀ ਜ਼ਮੀਨ ਦੇਣ ਜਾਂ ਨਾ ਦੇਣ ਦਾ ਫੈਸਲਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾ ਸਕੇਗੀ। ਜ਼ਮੀਨ ਦੇਣ ਜਾਂ ਨਾ ਦੇਣ ਦਾ ਫੈਸਲਾ ਪੂਰੀ ਤਰ੍ਹਾਂ ਕਿਸਾਨ ਦੀ ਮਰਜ਼ੀ ’ਤੇ ਹੋਵੇਗਾ। ਜ਼ਮੀਨ ਦੇਣ ਵਾਲੇ ਕਿਸਾਨ ਨੂੰ ਸਰਕਾਰ ਪੂਰੀ ਤਰ੍ਹਾਂ ਵਿਕਸਤ ਰਿਹਾਇਸ਼ੀ ਅਤੇ ਵਪਾਰਕ ਪਲਾਟ ਵਾਪਸ ਕਰੇਗੀ, ਜਿਸ ਵਿੱਚ ਸੜਕ, ਬਿਜਲੀ, ਪਾਣੀ, ਸੀਵਰੇਜ, ਪਾਰਕ ਆਦਿ ਸਾਰੀਆਂ ਸੁਵਿਧਾਵਾਂ ਹੋਣਗੀਆਂ। 

ਚੰਡੀਗੜ੍ਹ, 29 ਮਈ-ਦਿੱਲੀ ਵਿੱਚ ਸਰਕਾਰ ਬਣਨ ਦੇ ਸਿਰਫ਼ 100 ਦਿਨਾਂ ਦੇ ਅੰਦਰ, ਮੁੱਖ ਮੰਤਰੀ ਰੇਖਾ ਗੁਪਤਾ ਜੀ ਨੇ 1984 ਦੇ ਸਿੱਖ ਨਸਲਕੁਸ਼ੀ ਪੀੜਿਤਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਜਾਰੀ ਕਰਕੇ ਇੱਕ ਲੰਬੇ ਸਮੇਂ ਤੋਂ ਲਟਕਿਆ ਹੋਇਆ ਵਾਅਦਾ ਪੂਰਾ ਕੀਤਾ ਹੈ। ਇਹ ਇਤਿਹਾਸਕ ਕਦਮ ਇਨਸਾਫ਼ ਵੱਲ ਚੁੱਕਿਆ ਗਿਆ ਹੈ ਜੋ ਪਹਿਲਾਂ ਕਾਂਗਰਸ ਵੱਲੋਂ ਦਹਾਕਿਆਂ ਤੋਂ ਲਟਕਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੁਆਰਾ ਜਾਣਬੁੱਝ ਕੇ ਅਣਦੇਖਿਆ ਕੀਤਾ ਗਿਆ ਸੀ।

ਇਹ ਸਿਰਫ਼ ਇੱਕ ਪ੍ਰਸ਼ਾਸਕੀ ਫੈਸਲਾ ਨਹੀਂ ਹੈ - ਇਹ ਸਿੱਖ ਪਰਿਵਾਰਾਂ ਦੇ ਮਾਣ, ਨਿਆਂ ਅਤੇ ਅਧਿਕਾਰਾਂ ਨੂੰ ਬਹਾਲ ਕਰਨ ਵੱਲ ਇੱਕ ਕਦਮ ਹੈ ਜਿਨ੍ਹਾਂ ਨੇ ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਦੌਰ ਦਾ ਸਾਹਮਣਾ ਕੀਤਾ ਹੈ।

ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ, ਰਾਜ ਮੀਡੀਆ ਮੁਖੀ ਵਿਨੀਤ ਜੋਸ਼ੀ ਦੇ ਨਾਲ, ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਦਾ ਨਿਆਂ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਅਟੱਲ ਸੰਕਲਪ ਲਈ ਦਿਲੋਂ ਧੰਨਵਾਦ ਕਰਦੇ ਹਾਂ। ਅਸੀਂ ਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ, ਮੰਤਰੀ ਐਮ.ਐਸ. ਸਿਰਸਾ, ਉਪ ਪ੍ਰਧਾਨ ਰਾਜੀਵ ਬੱਬਰ, ਸਿੱਖ ਮਾਮਲਿਆਂ ਦੇ ਕਨਵੀਨਰ ਚਰਨਜੀਤ ਸਿੰਘ ਲਵਲੀ ਅਤੇ ਉਨ੍ਹਾਂ ਦੇ ਸਹਿਯੋਗੀ ਕਵਲਜੀਤ ਸਿੰਘ ਧੀਰ ਦੀ ਸਖ਼ਤ ਮਿਹਨਤ ਨੂੰ ਵੀ ਸਲਾਮ ਕਰਦੇ ਹਾਂ, ਜਿਨ੍ਹਾਂ ਦੇ ਯਤਨਾਂ ਨੇ ਇਹ ਸੰਭਵ ਬਣਾਇਆ।

ਆਪ ਪਾਰਟੀ ਨਾ ਸਿਰਫ਼ 1984 ਦੇ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵਿੱਚ ਅਸਫਲ ਰਹੀ, ਸਗੋਂ ਆਪਣੇ 10 ਸਾਲਾਂ ਦੇ ਰਾਜ ਵਿੱਚ ਇੱਕ ਵੀ ਸਿੱਖ ਨੂੰ ਮੰਤਰੀ ਵੀ ਨਹੀਂ ਨਿਯੁਕਤ ਕੀਤਾ।

ਰਿਕਾਰਡ ਗਵਾਹ ਹੈ: ਕਾਂਗਰਸ ਨੇ 1984 ਦੇ ਦੋਸ਼ੀਆਂ ਦੀ ਰੱਖਿਆ ਕੀਤੀ ਅਤੇ ਉਨ੍ਹਾਂ ਨੂੰ ਇਨਾਮ ਦਿੱਤਾ। ਆਪ ਨੇ 10 ਸਾਲ ਦਿੱਲੀ 'ਤੇ ਰਾਜ ਕੀਤਾ, ਪਰ ਪੀੜਤਾਂ ਲਈ ਕੁਝ ਨਹੀਂ ਕੀਤਾ। ਭਾਜਪਾ ਨੇ ਅਦਾਲਤਾਂ ਤੋਂ ਲੈ ਕੇ ਜ਼ਮੀਨੀ ਪੱਧਰ ਤੱਕ ਇਨਸਾਫ਼ ਲਈ ਲੜਾਈ ਲੜੀ। ਸੱਜਣ ਕੁਮਾਰ ਵਰਗੇ ਦੋਸ਼ੀਆਂ ਨੂੰ ਭਾਜਪਾ ਦੇ ਮਜ਼ਬੂਤ ਸਟੈਂਡ ਕਾਰਨ ਹੀ ਸਜ਼ਾ ਮਿਲੀ। 

ਭਾਜਪਾ ਨੇ ਪੀੜਿਤਾਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਰੁਜ਼ਗਾਰ ਅਤੇ ਪੁਨਰਵਾਸ ਦੀ ਲਗਾਤਾਰ ਮੰਗ ਕੀਤੀ। ਇਹ ਨਸਲਕੁਸ਼ੀ ਕੋਈ ਆਪਮੁਹਾਰੀ ਹੋਈ ਘਟਨਾ ਨਹੀਂ ਸੀ ਸਗੋਂ ਕਾਂਗਰਸ ਦੁਆਰਾ ਰਚੀ ਗਈ ਇੱਕ ਪਹਿਲਾਂ ਤੋਂ ਯੋਜਨਾਬੱਧ ਸਾਜ਼ਿਸ਼ ਸੀ, ਭਾਜਪਾ ਹੁਣ ਇਨਸਾਫ਼ ਦੇ ਰਹੀ ਹੈ ਜਿੱਥੇ ਬਾਕੀ ਸਾਰੇ ਅਸਫਲ ਹੋਏ ਹਨ। ਭਾਜਪਾ ਹਮੇਸ਼ਾ ਸਿੱਖ ਭਾਈਚਾਰੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੀ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.