Saturday, 18 April 2026

ਕਿਹਾ : ਪਨਾਮਾ ’ਚ ਰਹਿੰਦੇ ਪੰਜਾਬੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਮਦਦ

ਅਜਨਾਲਾ/ਬਿਊਰੋ ਨਿਊਜ਼

ਅਮਰੀਕਾ ਵਲੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਹਰਕਤ ਵਿਚ ਆਉਂਦਿਆਂ ਉਕਤ ਨੌਜਵਾਨਾਂ ਨਾਲ ਠੱਗੀ ਮਾਰਨ ਦੇ ਆਰੋਪ ’ਚ ਹੁਣ ਤੱਕ 24 ਟਰੈਵਲ ਏਜੰਟਾਂ ਖਿਲਾਫ ਮੁਕਦਮੇ ਦਰਜ ਕਰਕੇ 7 ਟਰੈਵਲ ਏਜੰਟਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 1274 ਟਰੈਵਲ ਏਜੰਟਾਂ ਦੇ ਦਫਤਰਾਂ ਦੀ ਜਾਂਚ ਕੀਤੀ ਗਈ ਹੈ ਤੇ 1123 ਲਾਈਸੈਂਸ ਵੀ ਚੈੱਕ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਇਹ ਜਾਣਕਾਰੀ ਮੰਗੀ ਗਈ ਹੈ ਕਿ ਅਮਰੀਕਾ ਤੋਂ ਡਿਪੋਰਟ ਹੋ ਕੇ ਪਨਾਮਾ ਵਿਚ ਰਹਿਣ ਵਾਲੇ ਕਿੰਨੇ ਭਾਰਤੀ ਵਿਅਕਤੀ ਹਨ ਤੇ ਉਨ੍ਹਾਂ ਵਿਚ ਕਿੰਨੇ ਪੰਜਾਬੀ ਹਨ। ਧਾਲੀਵਾਲ ਹੋਰਾਂ ਦੱਸਿਆ ਕਿ ਪਨਾਮਾ ਵਿਚ ਰਹਿ ਰਹੇ ਪੰਜਾਬੀਆਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

 

ਸੰਜੀਵ ਅਰੋੜਾ ਇਸ ਸਮੇਂ ਰਾਜ ਸਭਾ ਦੇ ਸੰਸਦ ਮੈਂਬਰ ਹਨ

ਚੰਡੀਗੜ੍ਹ/ਬਿਊਰੋ ਨਿਊਜ਼

ਆਮ ਆਦਮੀ ਪਾਰਟੀ ਨੇ ਲੁਧਿਆਣਾ (ਪੱਛਮੀ) ਹਲਕੇ ਤੋਂ ਜ਼ਿਮਨੀ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸੰਜੀਵ ਅਰੋੜਾ ਇਸ ਸਮੇਂ ਪੰਜਾਬ ਤੋਂ ਰਾਜ ਸਭਾ ਦੇ ਸੰਸਦ ਮੈਂਬਰ ਹਨ। ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਪਹਿਲਾਂ ਗੁਰਪ੍ਰੀਤ ਗੋਗੀ ਵਿਧਾਇਕ ਸਨ ਅਤੇ ਉਨ੍ਹਾਂ ਦਾ ਕੁਝ ਸਮਾਂ ਪਹਿਲਾਂ ਦਿਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਐਲਾਨ ਦਿੱਤੀ ਗਈ ਸੀ। 

 

ਕਿਹਾ : ਨਸ਼ਾ ਤਸਕਰ ਜਾਂ ਪੰਜਾਬ ਛੱਡ ਦੇਣ ਜਾਂ ਇਹ ਕਾਰੋਬਾਰ

ਚੰਡੀਗੜ੍ਹ/ਬਿਊਰੋ ਨਿਊਜ਼

ਨਸ਼ਿਆਂ ’ਤੇ ਵਾਰ ਤਹਿਤ ਮੁਹਿੰਮ ਸੰਬੰਧੀ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਪੰਜਾਬ ਸਰਕਾਰ ਵਲੋਂ ਸਿੱਧੀ ਚਿਤਾਵਨੀ ਦਿੱਤੀ ਗਈ ਹੈ ਕਿ ਜਾਂ ਤਾਂ ਉਹ ਇਹ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਰੰਗਲਾ ਪੰਜਾਬ ਬਣਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 30 ਹਜ਼ਾਰ ਤੋਂ ਜ਼ਿਆਦਾ ਨਸ਼ੇ ਦੇ ਕੇਸ ਦਰਜ ਕੀਤੇ ਗਏ ਹਨ ਤੇ ਨਸ਼ਾ ਤਸਕਰਾਂ ਦੀ 612 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਪਿਛਲੀਆਂ ਸਰਕਾਰਾਂ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਲੰਘੇ 3 ਸਾਲਾਂ ਵਿਚ 6500 ਤੋਂ ਜ਼ਿਆਦਾ ਨਸ਼ਾ ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।

 

ਭਗਵੰਤ ਮਾਨ ਦਾ ਆਰੋਪ : ਕੇਂਦਰ ਸਰਕਾਰ ਹੇਰ-ਫੇਰ ਕਰਕੇ ਮੁੜ ਲਿਆ ਰਹੀ ਹੈ ਕਾਲੇ ਕਾਨੂੰਨ 

ਚੰਡੀਗੜ੍ਹ/ਬਿਊਰੋ ਨਿਊਜ਼    

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਇਜਲਾਸ ਦੇ ਅੱਜ ਮੰਗਲਵਾਰ ਨੂੰ ਦੂਜੇ ਤੇ ਆਖਰੀ ਦਿਨ ਕੇਂਦਰ ਸਰਕਾਰ ਦੀ ਨਵੀਂ ਖੇਤੀਬਾੜੀ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਗਿਆ। ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਮਤਾ ਪੇਸ਼ ਕੀਤਾ ਸੀ ਅਤੇ ਜਿਸ ਨੂੰ ਸਰਬਸੰਮਤੀ ਨਾਲ ਪਾਸ ਵੀ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਖੇਤੀਬਾੜੀ ਨੀਤੀ ਖਿਲਾਫ ਬੋਲਦਿਆਂ ਕਿਹਾ ਕਿ ਅਸੀਂ ਨਵੀਂ ਖੇਤੀਬਾੜੀ ਨੀਤੀ ਦਾ ਪਹਿਲਾਂ ਹੀ ਵਿਰੋਧ ਕਰ ਚੁੱਕੇ ਹਾਂ ਅਤੇ ਅਸੀਂ ਇਸ ਨੂੰ ਰੱਦ ਵੀ ਕਰਦੇ ਹਾਂ। ਸੀਐਮ ਮਾਨ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਹੇਰ-ਫੇਰ ਕਰਕੇ ਮੁੜ ਵਾਪਸ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਪ੍ਰਤੀ ਨਫਰਤ ਦੀ ਭਾਵਨਾ ਰੱਖਦੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬੀਆਂ ਨਾਲ ਖੁੰਦਕ ਕੱਢ ਰਹੇ ਹਨ। 

 

ਅਮਨ ਅਰੋੜਾ ਨੇ ਕਿਸਾਨਾਂ ਨੂੰ ਸ਼ੰਭੂ ਤੇ ਖਨੌਰੀ ਬਾਰਡਰ ਖੋਲ੍ਹਣ ਦੀ ਕੀਤੀ ਅਪੀਲ

ਕੇਂਦਰੀ ਖੇਤੀਬਾੜੀ ਨੀਤੀ ਦੇ ਵਿਰੋਧ ਵਿੱਚ ਬੋਲਦੇ ਹੋਏ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਅਤੇ ਕੇਂਦਰ ਦੇ ਫੈਸਲਿਆਂ ਦੇ ਖਿਲਾਫ ਹਾਂ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਪਰੇਸ਼ਾਨੀ ਵੀ ਸਮਝਣ ਦੀ ਲੋੜ ਹੈ, ਕਿਉਂਕਿ ਵਪਾਰੀ ਚਾਹੇ ਛੋਟਾ ਹੋਵੇ ਜਾਂ ਵੱਡਾ ਉਹਨਾਂ ਨੂੰ ਵੱਡਾ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸਦੇ ਚੱਲਦਿਆਂ ਅਮਨ ਅਰੋੜਾ ਨੇ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ਖੋਲ੍ਹਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਹਨ ਅਤੇ ਇਹ ਦੋਵੇਂ ਬਾਰਡਰ ਬੰਦ ਪਏ ਹਨ। ਅਮਨ ਅਰੋੜਾ ਨੇ ਸਪੀਕਰ ਨੂੰ ਬੇਨਤੀ ਕੀਤੀ ਕਿ ਇੱਕ ਕਮੇਟੀ ਬਣਾਈ ਜਾਵੇ ਜਿਹੜੀ ਕਿਸਾਨਾਂ ਦੇ ਨਾਲ ਤਾਲਮੇਲ ਕਰਕੇ ਉਹਨਾਂ ਨੂੰ ਅਪੀਲ ਕਰੇ ਕਿ ਉਹ ਰਸਤਾ ਖੋਲਣ ਜਿਸ ਨਾਲ ਪੰਜਾਬ ਦੇ ਵਪਾਰੀ ਅਤੇ ਪੰਜਾਬ ਦਾ ਵਿੱਤੀ ਨੁਕਸਾਨ ਨਾ ਹੋਵੇ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਚ ਪੱਧਰੀ ਬੈਠਕ ਵਿਚ ਨਵੀਂ ਨੀਤੀ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਸਰਕਾਰ ਦਾ ਸਾਰਾ ਧਿਆਨ ਇਸ ਵੇਲੇ ਨਸ਼ਿਆਂ ਦੀ ਅਲਾਮਤ ਨੂੰ ਠੱਲ ਪਾਉਣ ਤੇ ਪੀੜਤਾਂ ਦੇ ਮੁੜ ਵਸੇਬੇ ਲਈ ਇੱਕ ਪ੍ਰਭਾਵਸ਼ਾਲੀ ਤੇ ਕਾਰਗਰ ਨੀਤੀ ਤਿਆਰ ਕਰਨ ਵੱਲ ਹੈ। ਇਸੇ ਕੜੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ। ਬੈਠਕ ਦੌਰਾਨ ਮੁੱਖ ਮੰਤਰੀ ਨੇ ਨਵੀਂ ਨਸ਼ਾ ਰੋਕੂ ਅਤੇ ਮੁੜਵਸੇਬਾ ਨੀਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਚਰਚਾ ਕੀਤੀ ਤੇ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਨਿਜਾਤ ਲਈ ਇਸ ਨੀਤੀ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਤੇ ਲੋੜ ਪੈਣ ’ਤੇ ਇਨ੍ਹਾਂ ਜਾਇਦਾਦਾਂ ਉੱਤੇ ਬੁਲਡੋਜ਼ਰ ਵੀ ਚਲਾਏ ਜਾਣਗੇ। ਬੈਠਕ ਵਿਚ ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀਜ਼ ਨੂੰ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 

ਅੰਮਿ੍ਰਤਪਾਲ ਸਿੰਘ ਅਸਾਮ ਦੀ ਜੇਲ੍ਹ ਵਿਚ ਹੈ ਨਜ਼ਰਬੰਦ

ਚੰਡੀਗੜ੍ਹ/ਬਿਊਰੋ ਨਿਊਜ਼

ਭਾਰਤ ਸਰਕਾਰ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਮੈਂਬਰਸ਼ਿਪ ਅਤੇ ਸੈਸ਼ਨ ’ਚੋਂ ਗੈਰਹਾਜ਼ਰੀ ਦੇ ਮੁੱਦੇ ’ਤੇ ਇਕ ਕਮੇਟੀ ਬਣਾਈ ਹੈ। ਲੋਕ ਸਭਾ ਦੇ ਸਪੀਕਰ ਵਲੋਂ ਬਣਾਈ ਗਈ ਇਸ ਕਮੇਟੀ ਨੂੰ ਮਾਮਲੇ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਵਲੋਂ ਸਦਨ ਵਿਚ ਸ਼ਾਮਲ ਹੋਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਸੰਸਦ ਮੈਂਬਰਾਂ ਦੀ ਛੁੱਟੀ ਮਨਜ਼ੂਰ ਕਰਨ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ। ਇਸ ਸੰਬੰਧੀ ਡਿਵੀਜ਼ਨ ਬੈਂਚ ਨੇ ਐਡੀਸ਼ਨਲ ਸਾਲਿਸਟਰ ਜਨਰਲ ਸੱਤਿਆਪਾਲ ਜੈਨ ਨੂੰ ਹਦਾਇਤਾਂ ਲੈਣ ਅਤੇ 25 ਫਰਵਰੀ ਨੂੰ ਅਦਾਲਤ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਸੀ। ਜ਼ਿਕਰਯੋਗ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨੇ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਦੀ ਇਜਾਜ਼ਤ ਮੰਗਣ ਲਈ ਪਟੀਸ਼ਨ ਦਾਇਰ ਕੀਤੀ ਸੀ। ਅੰਮਿ੍ਰਤਪਾਲ ਸਿੰਘ ਨੇ ਕਿਹਾ ਕਿ ਉਹ 2023 ਤੋਂ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਅਸਾਮ ਵਿਚ ਨਜ਼ਰਬੰਦ ਹੈ। ਇਸ ਤੋਂ ਇਲਾਵਾ, ਅੰਮਿ੍ਰਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਸੀ ਕਿ ਉਸ ਨੂੰ ਐਮ.ਪੀ. ਲੋਕਲ ਏਰੀਆ ਡਿਵੈਲਪਮੈਂਟ ਸਕੀਮ ਤਹਿਤ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਵਿਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। 

 

ਨਸ਼ਿਆਂ ਦੀ ਰੋਕਥਾਮ ਲਈ ਬਣਾਈ ਪੰਜ ਮੈਂਬਰੀ ਕਮੇਟੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ‘ਨਸ਼ਿਆਂ ਉਤੇ ਵਾਰ’ ਤਹਿਤ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬਾ ਸਰਕਾਰ ਨੇ ਨਸ਼ਿਆਂ ਦੀ ਰੋਕਥਾਮ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ। ਕਮੇਟੀ ਦੀ ਮਹੱਤਵਪੂਰਨ ਭੂਮਿਕਾ ਨਸ਼ਿਆਂ ਸੰਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗੀ। ਕਮੇਟੀ ਦੀ ਪ੍ਰਧਾਨਗੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਜਾਵੇਗੀ। ਇਸਦੇ ਨਾਲ ਹੀ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸਿੰਘ ਸੋਂਧ ਇਸ ਕਮੇਟੀ ਦੇ ਮੈਂਬਰ ਹੋਣਗੇ। ਪੰਜਾਬ ਸਰਕਾਰ ਨੇ ਸੂਬੇ ਵਿਚ ਨਸ਼ਿਆਂ ’ਤੇ ਨਕੇਲ ਕਸਣ ਲਈ ਇਹ ਕਮੇਟੀ ਬਣਾਈ ਹੈ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸਰਕਾਰ ਵਲੋਂ ਸਖਤ ਰਵੱਈਆ ਅਖਤਿਆਰ ਕੀਤਾ ਜਾ ਰਿਹਾ ਹੈ।   

 

ਕਾਂਗਰਸ ਨੇ ‘ਆਪ’ ਸਰਕਾਰ ਤੋਂ ਭਿ੍ਰਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿਚ ਹੰਗਾਮਾ ਦੇਖਣ ਨੂੰ ਮਿਲਿਆ। ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੋਂ ਭਿ੍ਰਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੀ.ਐੱਸ.ਈ.ਬੀ. ਇੰਜਨੀਅਰਜ਼ ਐਸੋਸੀਏਸ਼ਨ ਵੱਲੋਂ ਲਗਾਏ ਗਏ ਭਿ੍ਰਸ਼ਟਾਚਾਰ ਦੇ ਦੋਸ਼ਾਂ ਬਾਰੇ ਸਰਕਾਰ ਤੋਂ ਜਵਾਬ ਮੰਗਿਆ। ਉਨ੍ਹਾਂ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਦੇ ਇੱਕ ਸਿਆਸਤਦਾਨ ਨੇ ਐਸੋਸੀਏਸ਼ਨ ਨੂੰ ਪਾਰਟੀ ਲਈ ਫੰਡ ਇਕੱਠਾ ਕਰਨ ਲਈ ਕਿਹਾ ਸੀ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਾਲਾਂਕਿ ਇਸ ਗੱਲ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਬਾਜਵਾ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਫੰਡ ਕਿਸ ਵੱਲੋਂ ਮੰਗੇ ਗਏ ਸਨ। ਇਸੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਹਿਸ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਪੀਐੱਸਈਬੀ ਇੰਜਨੀਅਰਜ਼ ਐਸੋਸੀਏਸ਼ਨ ਨੇ ਕਦੇ ਵੀ ਵਿਜੀਲੈਂਸ ਬਿਊਰੋ ਨੂੰ ਆਪਣਾ ਬਿਆਨ ਨਹੀਂ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਜਾਂਚ ਜਾਰੀ ਹੈ। ਇਸੇ ਦੌਰਾਨ ਹਰਪਾਲ ਸਿੰਘ ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਦਫਤਰ ’ਚੋਂ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਲਾਹੇ ਜਾਣ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਨਿੰਦਾ ਮਤਾ ਲੈ ਕੇ ਆਉਣ ਦੀ ਮੰਗ ਕੀਤੀ, ਜਿਸਦੀ ਪ੍ਰਤਾਪ ਸਿੰਘ ਬਾਜਵਾ ਨੇ ਹਮਾਇਤ ਵੀ ਕੀਤੀ।

 

ਜਥੇਦਾਰ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨ ਦੇ ਫੈਸਲੇ ਨਾਲ ਸਿੱਖਾਂ ’ਚ ਰੋਸ : ਡਾ. ਨਿੱਝਰ

ਅੰਮਿ੍ਰਤਸਰ/ਬਿਊਰੋ ਨਿਊਜ਼

ਪੰਥਕ ਸੰਕਟ ’ਤੇ ਚਿੰਤਾ ਪ੍ਰਗਟ ਕਰਦਿਆਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨ ਦੇ ਫੈਸਲੇ ਨਾਲ ਸਿੱਖ ਜਗਤ ’ਚ ਰੋਸ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਮੰਗ ਅਨੁਸਾਰ ਤਖ਼ਤ ਸਾਹਿਬਾਨ ਦਾ ਪ੍ਰਬੰਧ ਅਤੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ, ਕਾਰਜ ਖੇਤਰ ਅਤੇ ਅਧਿਕਾਰ ਖੇਤਰ ਦੇ ਨਿਯਮ ਐਸਜੀਪੀਸੀ ਦੇ ਐਕਟ ਤੋਂ ਬਾਹਰ ਖਾਲਸਾ ਪੰਥ ਦੀ ਅਗਵਾਈ ਹੇਠ ਹੀ ਹੋਣੇ ਚਾਹੀਦੇ ਹਨ। ਦੋਵੇਂ ਆਗੂਆਂ ਨੇ ਕਿਹਾ ਕਿ ਇਸ ਸੰਕਟ ਦਾ ਮੁੱਖ ਕਾਰਨ ਇਹ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਅਰਾ ਐਕਟ ਨੂੰ ਆਧਾਰ ਬਣਾ ਕੇ ਤਖ਼ਤ ਸਾਹਿਬਾਨ ਅਤੇ ਜਥੇਦਾਰਾਂ ਬਾਰੇ ਮਨਮਰਜ਼ੀ ਨਾਲ ਫੈਸਲਾ ਲੈ ਰਹੀ ਹੈ, ਜਿਸ ਕਰਕੇ ਤਖਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਵਿਵਾਦ ਪੈਦਾ ਹੋ ਰਿਹਾ ਹੈ। ਦੀਵਾਨ ਦੇ ਆਗੂਆਂ ਨੇ ਇਸ ਸਮੱਸਿਆ ਦੇ ਹੱਲ ਲਈ ਸਮੁੱਚੀ ਕੌਮ ਨੂੰ ਇਕ ਮੰਚ ’ਤੇ ਇੱਕਠੇ ਹੋਣ ਦਾ ਸੱਦਾ ਦਿੱਤਾ ਅਤੇ ਜਥੇਦਾਰਾਂ ਦੇ ਸੇਵਾ ਨਿਯਮਾਂ ਦੇ ਸਬੰਧ ’ਚ ਵਿਧੀ ਵਿਧਾਨ ਲਾਗੂ ਕਰਵਾਉਣ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ। 

 

ਕੋਮਲ ਮਿੱਤਲ ਬਣੀ ਮੋਹਾਲੀ ਦੀ ਨਵੀਂ ਡੀਸੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਦੇ ਤਹਿਤ 6 ਡਿਪਟੀ ਕਮਿਸ਼ਨਰਾਂ ਸਣੇ 8 ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਬਦਲਾਅ ਦੇ ਤਹਿਤ ਆਈ.ਏ.ਐਸ. ਅਧਿਕਾਰੀ ਕੋਮਲ ਮਿੱਤਲ ਨੂੰ ਮੁਹਾਲੀ ਦੀ ਨਵੀਂ ਡੀਸੀ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਵਿਨੀਤ ਕੁਮਾਰ ਹੁਣ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਲਿਮਿਟਡ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਉਣਗੇ। ਪੂਨਮਦੀਪ ਕੌਰ ਨੂੰ ਫਰੀਦਕੋਟ ਦੀ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਆਸ਼ੀਕਾ ਜੈਨ ਹੁਣ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਹੋਵੇਗੀ। ਇਸੇ ਤਰ੍ਹਾਂ ਪਰਮਿੰਦਰ ਪਾਲ ਸਿੰਘ ਨੂੰ ਐਸ.ਏ.ਐਸ. ਨਗਰ ਦਾ ਨਗਰ ਨਿਗਮ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅੰਕੁਰਜੀਤ ਸਿੰਘ ਹੁਣ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਹੋਣਗੇ। ਇਸੇ ਤਰ੍ਹਾਂ ਟੀ. ਬੇਨਿਥ ਬਰਨਾਲਾ ਦੇ ਡਿਪਟੀ ਕਮਿਸ਼ਨਰ ਬਣੇ ਹਨ ਅਤੇ ਵਿਰਾਜ ਸ਼ਿਆਮਕਰਨ ਤਿਡਕੇ ਦੀ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਜੋਂ ਨਿਯੁਕਤੀ ਹੋਈ ਹੈ।

ਪਠਾਨਕੋਟ ਨੇੜੇ ਬਾਰਡਰ ਟੱਪਣ ਦੀ ਕਰ ਰਿਹਾ ਸੀ ਕੋਸ਼ਿਸ਼

ਪਠਾਨਕੋਟ/ਬਿਊਰੋ ਨਿਊਜ਼

ਪਠਾਨਕੋਟ ਵਿਚ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਬਾਰਡਰ ਸਕਿਉਰਿਟੀ ਫੋਰਸ ਦੇ ਜਵਾਨਾਂ ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਹੈ। ਦੱਸਿਆ ਗਿਆ ਕਿ ਪਾਕਿਸਤਾਨੀ ਘੁਸਪੈਠੀਆ ਤਾਸ਼ਪਤਨ ਬਾਰਡਰ ਪੋਸਟ ਦੇ ਨੇੜੇ ਭਾਰਤ ਵਾਲੇ ਪਾਸੇ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੀਐਸਐਫ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਰੋਪੀ ਭਾਰਤੀ ਸਰਹੱਦ ਦੇ ਅੰਦਰ ਦਾਖਲ ਹੋ ਚੁੱਕਾ ਸੀ। ਇਸਦੇ ਚੱਲਦਿਆਂ ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਿਆ, ਪਰ ਉਹ ਅੱਗੇ ਵਧਦਾ ਗਿਆ। ਇਸ ਨੂੰੂ ਦੇਖਦਿਆਂ ਜਵਾਨਾਂ ਨੇ ਫਾਇਰਿੰਗ ਕਰ ਦਿੱਤੀ ਤਾਂ ਇਹ ਘੁਸਪੈਠੀਆ ਮਾਰਿਆ ਗਿਆ। ਬੀਐਸਐਫ ਦੇ ਬੁਲਾਰੇ ਨੇ ਕਿਹਾ ਕਿ ਘੁਸਪੈਠ ਦੀ ਇਸ ਘਟਨਾ ਬਾਰੇ ਪਾਕਿਸਤਾਨੀ ਰੇਂਜਰਾਂ ਕੋਲ ਵੀ ਸਖਤ ਵਿਰੋਧ ਦਰਜ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਐਸਐਫ ਦੇ ਜਵਾਨ ਪੰਜਾਬ ਵਿਚ ਭਾਰਤ-ਪਾਕਿਸਤਾਨ ਦੀ 553 ਕਿਲੋਮੀਟਰ ਲੰਮੀ ਕੌਮਾਂਤਰੀ ਸਰਹੱਦ ਦੀ ਰਾਖੀ ਕਰਦੇ ਹਨ। 

 

ਕਿਸਾਨ ਆਗੂ ਪੰਧੇਰ ਨੇ ਕਿਹਾ : ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਾ ਕੀਤੇ ਜਾਣ

ਅੰਮਿ੍ਰਤਸਰ/ਬਿਊਰੋ ਨਿਊਜ਼

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕਿਸਾਨਾਂ ਦੀਆਂ 12 ਮੰਗਾਂ ਵਾਲਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ ਹੈ। ਇਸ ਦੌਰਾਨ ਭਲਕੇ 25 ਫਰਵਰੀ ਨੂੰ 101 ਕਿਸਾਨਾਂ ਦੇ ਸ਼ੰਭੂ ਬਾਰਡਰ ਤੋਂ ਦਿੱਲੀ ਜਾਣ ਵਾਲੇ ਜਥੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਪੰਧੇਰ ਨੇ ਚੇਤਾਵਨੀ ਦਿੱਤੀ ਕਿ ਭਾਰਤ ਮਾਲਾ ਪ੍ਰਾਜੈਕਟ ਦੇ ਹਵਾਲੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਾ ਕੀਤੇ ਜਾਣ, ਨਹੀਂ ਤਾਂ ਉਹ ਪੰਜਾਬ ਸਰਕਾਰ ਖਿਲਾਫ਼ ਵੀ ਮੋਰਚਾ ਖੋਲ੍ਹਣ ਲਈ ਮਜਬੂਰ ਹੋਣਗੇ। ਪੰਧੇਰ ਨੇ ਅੰਮਿ੍ਰਤਸਰ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਬਾਰੇ ਗੱਲਬਾਤ ਦੇ ਦੋ ਦੌਰ ਹੋ ਚੁੱਕੇ ਹਨ ਅਤੇ ਤੀਜੇ ਦੌਰ ਦੀ ਮੀਟਿੰਗ 25 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਉਨ੍ਹਾਂ ਭਗਵੰਤ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦਾ ਸਮਾਂ ਵਧਾਇਆ ਜਾਵੇ ਅਤੇ ਇਸ ਵਿੱਚ ਲੋਕ ਮੁੱਦੇ ਵਿਚਾਰੇ ਜਾਣ।  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.