Saturday, 18 April 2026

ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਰਗਾ ਵਿਵਹਾਰ ਕੀਤਾ ਗਿਆ : ਖਹਿਰਾ ਦਾ ਆਰੋਪ

ਕਪੂਰਥਲਾ/ਬਿਊਰੋ ਨਿਊਜ਼

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਖਹਿਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਕਿਹਾ ਗਿਆ ਸੀ ਕਿ 205 ਭਾਰਤੀ ਡਿਪੋਰਟ ਕੀਤੇ ਹਨ ਪਰ ਅਸਲ ਵਿਚ ਜਦੋਂ ਚੈੱਕ ਕੀਤਾ ਤਾਂ 104 ਭਾਰਤੀਆਂ ਨੂੰ ਲੈ ਕੇ ਅਮਰੀਕਾ ਦਾ ਫੌਜੀ ਹਵਾਈ ਜਹਾਜ਼ ਅੰਮਿ੍ਰਤਸਰ ਇੰਟਰਨੈਸ਼ਨਲ ਏਅਰਪੋਰਟ ’ਤੇ ਪਹੁੰਚਿਆ। ਇਹਨਾਂ ’ਚ ਪੰਜਾਬ ਦੇ 30, ਹਰਿਆਣਾ ਤੇ ਗੁਜਰਾਤ ਦੇ 33-33 ਵਿਅਕਤੀਆਂ ਤੋਂ ਇਲਾਵਾ ਯੂ.ਪੀ, ਮਹਾਰਾਸ਼ਟਰ ਅਤੇ ਚੰਡੀਗੜ੍ਹ ਦੇ ਨੌਜਵਾਨ ਵੀ ਸ਼ਾਮਿਲ ਸਨ। ਖਹਿਰਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਾਂਗ ਵਿਵਹਾਰ ਕੀਤਾ ਗਿਆ ਤੇ ਉਹਨਾਂ ਨੂੰ ਬਕਾਇਦਾ ਹੱਥ ਕੜੀਆਂ ਤੇ ਬੇੜੀਆਂ ਲਗਾ ਕੇ ਅਮਰੀਕਾ ਤੋਂ ਜਹਾਜ਼ ’ਚ ਚੜ੍ਹਾਇਆ ਗਿਆ ਸੀ, ਜੋ ਕਿ ਅੰਮਿ੍ਰਤਸਰ ਪੁੱਜਣ ’ਤੇ ਖੋਲ੍ਹੀਆਂ ਗਈਆਂ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪੜੇ੍ਹ ਲਿਖੇ ਨੌਜਵਾਨਾਂ ਨੂੰ ਸੂਬੇ ਵਿੱਚ ਰੁਜ਼ਗਾਰ ਨਾ ਮਿਲਣ ਕਰਕੇ, 40 ਤੋਂ 50 ਲੱਖ ਰੁਪਏ ਲਗਾ ਕੇ ਅਮਰੀਕਾ ਜਾਣਾ ਪੈ ਰਿਹਾ ਹੈ। ਖਹਿਰਾ ਨੇ ਕਿਹਾ ਕਿ ਉਮੀਦ ਹੈ ਕਿ ਸਾਡੀ ਸਰਕਾਰ ਤੇ ਕੇਂਦਰ ਦੀ ਸਰਕਾਰ ਆਉਣ ਵਾਲੇ ਸਮੇਂ ’ਚ ਇਸ ਮਾਮਲੇ ਨੂੰ ਲੈ ਕੇ ਪਾਰਲੀਮੈਂਟ ’ਚ ਚਰਚਾ ਕਰਕੇ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਬਚਾਉਣ ਦੀ ਕੋਸ਼ਿਸ਼ ਕਰੇਗੀ। 

ਇੰਟਰਵਿਊ ਨਾਲ ਹੋਵੇਗੀ ਅਧਿਆਪਕਾਂ ਦੀ ਚੋਣ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਵਲੋਂ ਸੂਬੇ ਦੀ ਸਕੂਲੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸਦੇ ਤਹਿਤ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਚੁਣੇ ਗਏ ਸਰਕਾਰੀ ਅਧਿਆਪਕਾਂ ਨੂੰ ਫਿਨਲੈਂਡ ਦੀ ਟਰਕੂ ਯੂਨੀਵਰਸਿਟੀ ਵਿਚ ਭੇਜਿਆ ਜਾਵੇਗਾ ਤਾਂ ਜੋ ਉਥੋਂ ਦੇ ਪੜ੍ਹਾਉਣ ਦੇ ਤਰੀਕਿਆਂ ਨੂੰ ਸਮਝਿਆ ਜਾ ਸਕੇ। ਸਰਕਾਰ ਵਲੋਂ ਇਹ ਉਪਰਾਲਾ ਇਸ ਕਰਕੇ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਬੱਚੇ ਵੀ ਵਿਦੇਸ਼ਾਂ ਵਾਂਗ ਸਿੱਖਿਆ ਹਾਸਲ ਕਰ ਸਕਣ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੇ ਦੂਜੇ ਬੈਚ ਨੂੰ ਟਰਕੂ ਯੂਨੀਵਰਸਿਟੀ ਫਿਨਲੈਂਡ ਵਿਚ ਸਿਖਲਾਈ ਲਈ ਭੇਜਿਆ ਜਾਵੇਗਾ। ਇਸ ਤਿੰਨ ਹਫਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਪੰਜਾਬ ਵਿਚ ਇਕ ਹਫਤਾ ਅਤੇ ਫਿਰ ਫਿਨਲੈਂਡ ਵਿਚ ਦੋ ਹਫਤੇ ਸਿਖਲਾਈ ਦਿੱਤੀ ਜਾਵੇਗੀ। ਚਾਹਵਾਨ ਅਧਿਆਪਕਾਂ ਕੋਲੋਂ 2 ਫਰਵਰੀ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ। 

ਪੰਜਾਬ ਪੁਲਿਸ ਵੱਲੋਂ ਬਿਨੈਕਾਰ ਨੂੰ ਐੱਸ.ਐੱਮ.ਐੱਸ. ਰਾਹੀਂ ਸੂਚਨਾ ਭੇਜੀ ਜਾਵੇਗੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਪੁਲਿਸ ਨੇ ਪਾਸਪੋਰਟ ਵੈਰੀਫਿਕੇਸ਼ਨ ਲਈ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕਰ ਦਿੱਤੀ ਹੈ। ਇਹ ਨਵੀਂ ਪ੍ਰਣਾਲੀ ਨਾਗਰਿਕਾਂ ਨੂੰ ਪ੍ਰੀ-ਵੈਰੀਫਿਕੇਸ਼ਨ ਐੱਸ.ਐੱਮ.ਐੱਸ. ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਪੋਸਟ- ਵੈਰੀਫਿਕੇਸ਼ਨ ਐੱਸ.ਐੱਮ.ਐੱਸ. ਰਾਹੀਂ ਬਿਨੈਕਾਰ ਆਪਣੇ ਫੀਡਬੈਕ ਵੀ ਦੇ ਸਕਣਗੇ। ਇਸ ਸਬੰਧੀ ਸਪੈਸ਼ਲ ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਿਨੈਕਾਰ ਨੂੰ ‘ਪੀਬੀਸਾਂਝ’ ਤੋਂ ਐੱਸ.ਐੱਮ.ਐੱਸ. ਰਾਹੀਂ ਸੂਚਨਾ ਭੇਜੀ ਜਾਵੇਗੀ, ਜਿਸ ਵਿੱਚ ਤਸਦੀਕ ਕਰਨ ਵਾਲੇ ਅਧਿਕਾਰੀ ਦਾ ਨਾਮ ਅਤੇ ਮੁਲਾਕਾਤ ਦੀ ਮਿਤੀ ਅਤੇ ਸਮੇਂ ਸਬੰਧੀ ਜਾਣਕਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਾਗਰਿਕ ਪੋਸਟ-ਵੈਰੀਫਿਕੇਸ਼ਨ ਐੱਸ.ਐੱਮ.ਐੱਸ. ਰਾਹੀਂ ਆਪਣੇ ਫੀਡਬੈਕ ਵਿੱਚ ਸਬੰਧਤ ਅਧਿਕਾਰੀ ਦੇ ਵਿਵਹਾਰ ਸਬੰਧੀ ਰਿਪੋਰਟ ਵੀ ਭੇਜ ਸਕਣਗੇ।  

ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਕਰਵਾਇਆ ਗਿਆ ਭਰਤੀ

ਫਿਰੋਜ਼ਪੁਰ/ਬਿਊਰੋ ਨਿਊਜ਼ 

ਫਿਰੋਜ਼ਪੁਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਗੁਰੂ ਹਰਸਹਾਏ ਦੇ ਨੇੜੇ ਗੋਲੂ ਕਾ ਮੋੜ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਕਾਰਨ 10 ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਕੈਂਟਰ ਦੇ ਟਾਇਰ ਫਟਣ ਕਾਰਨ ਵਾਪਰਿਆ, ਜਿਸ ਦੌਰਾਨ ਉਸਦਾ ਸੰਤੁਲਣ ਵਿਗੜ ਗਿਆ ਅਤੇ ਉਹ ਸਾਹਮਣੇ ਆ ਰਹੀ ਪਿਕਅੱਪ ਨਾਲ ਟਕਰਾ ਗਿਆ। ਇਹ ਟੱਕਰ ਐਨੀ ਭਿਆਨਕ ਸੀ ਕਿ ਪਿਕਅੱਪ ਵਿੱਚ ਸਵਾਰ ਬਹੁਤੇ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਿਕਅੱਪ ਵਿੱਚ ਸਵਾਰ ਸਾਰੇ ਵਿਅਕਤੀ ਜਲਾਲਾਬਾਦ ਦੇ ਇੱਕ ਪੈਲੇਸ ਵਿੱਚ ਵੇਟਰ ਦਾ ਕੰਮ ਕਰਕੇ ਵਾਪਸ ਆ ਰਹੇ ਸਨ। ਸਥਾਨਕ ਲੋਕਾਂ ਅਤੇ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤਾ। ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਮਹਾਂ ਪੰਚਾਇਤਾਂ ਨੂੰ ਸਫਲ ਬਣਾਉਣ ਵਿਚ ਜੁਟੇ ਕਿਸਾਨ ਆਗੂ

ਨਵੀਂ ਦਿੱਲੀ/ਬਿਊਰੋ ਨਿਊਜ਼ 

ਪੰਜਾਬ ਅਤੇ ਹਰਿਆਣਾ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਛੇਵੇਂ ਗੇੜ ਦੀ ਗੱਲਬਾਤ 14 ਫਰਵਰੀ ਨੂੰ ਹੋਵੇਗੀ। ਇਹ ਜਾਣਕਾਰੀ ਖੇਤੀਬਾੜੀ ਰਾਜ ਮੰਤਰੀ ਰਾਮਨਾਥ ਠਾਕੁਰ ਨੇ ਲੋਕ ਸਭਾ ਵਿਚ ਦਿੱਤੀ। ਉਨ੍ਹਾਂ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹਨ ਅਤੇ ਅਦਾਲਤ ਨੇ ਇਸ ਸਬੰਧੀ ਕਮੇਟੀ ਵੀ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ 13 ਫਰਵਰੀ 2024 ਨੂੰ ਕਿਸਾਨਾਂ ਵੱਲੋਂ ਪ੍ਰਦਰਸ਼ਨ ਮੁੜ ਸ਼ੁਰੂ ਕੀਤੇ ਜਾਣ ਤੋਂ ਲੈ ਕੇ ਹੁਣ ਤੱਕ ਕੇਂਦਰ ਸਰਕਾਰ ਉਨ੍ਹਾਂ ਨਾਲ ਪੰਜ ਗੇੜ ਦੀ ਗੱਲਬਾਤ ਕਰ ਚੁੱਕੀ ਹੈ। ਉਧਰ ਦੂਜੇ ਪਾਸੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਨੂੰ 13 ਫਰਵਰੀ ਨੂੰ ਇਕ ਸਾਲ ਹੋ ਜਾਵੇਗਾ। ਇਸਦੇ ਚੱਲਦਿਆਂ ਕਿਸਾਨਾਂ ਵਲੋਂ 11, 12 ਅਤੇ 13 ਫਰਵਰੀ ਨੂੰ ਤਿੰਨ ਮਹਾਂ ਪੰਚਾਇਤਾਂ ਕੀਤੀਆਂ ਜਾਣੀਆਂ ਹਨ। ਇਨ੍ਹਾਂ ਮਹਾਂ ਪੰਚਾਇਤਾਂ ਨੂੰ ਸਫਲ ਬਣਾਉਣ ਲਈ ਕਿਸਾਨ ਪੂਰੀ ਤਰ੍ਹਾਂ ਜੁਟੇ ਹੋਏ ਹਨ। ਇਹ ਵੀ ਦੱਸਣਯੋਗ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ’ਤੇ ਮਰਨ ਵਰਤ ਰੱਖਿਆ ਹੋਇਆ ਅਤੇ ਇਹ ਮਰਨ ਵਰਤ ਅੱਜ 72ਵੇਂ ਦਿਨ ਵੀ ਜਾਰੀ ਰਿਹਾ ਹੈ।

ਕਿਹਾ : ਦਿੱਲੀ ਪੁਲਿਸ ਨੇ ਮਹਿਲਾਵਾਂ ਦੇ ਕੱਪੜਿਆਂ ਵਾਲੇ ਸੰਦੂਕ ਤੱਕ ਦੀ ਵੀ ਕੀਤੀ ਜਾਂਚ

ਚੰਡੀਗੜ੍ਹ/ਬਿਊਰੋ ਨਿਊਜ਼    

ਦਿੱਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਧਿਕਾਰਤ ਨਿਵਾਸ ਕਪੂਰਥਲਾ ਹਾਊਸ ’ਤੇ ਚੋਣ ਕਮਿਸ਼ਨ ਦੀ ਟੀਮ ਵਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਕ ਪਾਸੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਭਾਜਪਾ ’ਤੇ ਸਵਾਲ ਚੁੱਕੇ ਹਨ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਭਾਜਪਾ ’ਤੇ ਸਿਆਸੀ ਨਿਸ਼ਾਨਾ ਸਾਧ ਰਹੇ ਹਨ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਲੈਕਸ਼ਨ ਕਮਿਸ਼ਨ ਦੇ ਛਾਪਿਆਂ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਮਾਨ ਨੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਕਿਹਾ ਕਿ ਦਿੱਲੀ ਵਿਚ ਮੇਰੇ ਸੀਐਮ ਨਿਵਾਸ ਕਪੂਰਥਲਾ ਹਾਊਸ ਵਿਚ ਦਿੱਲੀ ਪੁਲਿਸ ਨੇ ਛਾਪੇਮਾਰੀ ਕੀਤੀ ਹੈ ਅਤੇ ਘਰ ਦੀ ਤਲਾਸ਼ੀ ਲਈ ਹੈ। ਮਾਨ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੁਲਿਸ ਨੇ ਮੇਰੇ ਪਰਿਵਾਰ ਦੀਆਂ ਮਹਿਲਾਵਾਂ ਦੇ ਕੱਪੜਿਆਂ ਵਾਲੇ ਸੰਦੂਕ ਦੀ ਜਾਂਚ ਵੀ ਕੀਤੀ ਹੈ। ਭਗਵੰਤ ਮਾਨ ਨੇ ਦਿੱਲੀ ਪੁਲਿਸ ਦੇ ਅਜਿਹੇ ਵਰਤਾਰੇ ਦੀ ਨਿੰਦਾ ਕੀਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਆਉਂਦੀ 5 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਲੋਂ ਇਕ ਦੂਜੇ ’ਤੇ ਦੂਸ਼ਣਬਾਜ਼ੀ ਵੀ ਕੀਤੀ ਜਾ ਰਹੀ ਹੈ। 

ਕਿਸਾਨਾਂ ਵਲੋਂ ਮਹਾਂ ਪੰਚਾਇਤਾਂ ਦੀ ਸਫਲਤਾ ਲਈ ਤਿਆਰੀਆਂ

ਖਨੌਰੀ/ਬਿਊਰੋ ਨਿਊਜ਼

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ਰੱਖਿਆ ਹੋਇਆ ਹੈ ਅਤੇ ਡੱਲੇਵਾਲ ਦਾ ਇਹ ਮਰਨ ਵਰਤ ਅੱਜ 71ਵੇਂ ਦਿਨ ਵੀ ਜਾਰੀ ਰਿਹਾ। ਇਸ ਕਿਸਾਨ ਅੰਦੋਲਨ ਨੂੰ ਆਉਂਦੀ 13 ਫਰਵਰੀ ਨੂੰ ਇਕ ਸਾਲ ਹੋ ਜਾਵੇਗਾ ਅਤੇ ਇਸ ਨੂੰ ਲੈ ਕੇ ਕਿਸਾਨਾਂ ਵਲੋਂ 3 ਮਹਾਂ ਪੰਚਾਇਤਾਂ ਕੀਤੀਆਂ ਜਾਣੀਆਂ ਹਨ। ਪਹਿਲੀ ਮਹਾਂ ਪੰਚਾਇਤ 11 ਫਰਵਰੀ ਨੂੰ ਰਤਨਪੁਰਾ, ਦੂਜੀ ਮਹਾਂ ਪੰਚਾਇਤ 12 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਅਤੇ ਤੀਜੀ ਮਹਾਂ ਪੰਚਾਇਤ 13 ਫਰਵਰੀ ਨੂੰ ਸ਼ੰਭੂ ਸਰਹੱਦ ’ਤੇ ਹੋਵੇਗੀ। ਇਨ੍ਹਾਂ ਤਿੰਨਾਂ ਥਾਵਾਂ ’ਤੇ ਵੱਡੇ ਇਕੱਠ ਕਰਨ ਲਈ ਕਿਸਾਨ ਆਗੂਆਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਨ੍ਹਾਂ ਤਿੰਨਾਂ ਮਹਾਂ ਪੰਚਾਇਤਾਂ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਇਨਸਾਫ ਪਸੰਦ ਵਿਅਕਤੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ।

ਪੰਜਾਬ ਸਰਕਾਰ ਆਪਣੇ ਮਾਲਕਾਂ ਨੂੰ ਜਿੱਤਾਉਣ ਲਈ ਲਾਈ ਬੈਠੀ ਹੈ ਦਿੱਲੀ ਵਿੱਚ ਡੇਰਾ 

ਚੰਡੀਗੜ੍ਹ : ਗੁਰੂਆਂ ਦੀ ਨਗਰੀ ਅੰਮਿ੍ਰਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਚੜ੍ਹਨ ਅਤੇ ਭੰਨਤੋੜ ਕਰਨ ਦੀ ਘਟਨਾ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕਰਦੇ ਹੋਏ, ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਨੂੰ ਨਫਰਤ ਦੀ ਅੱਗ ਵਿੱਚ ਧਕਣ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ ਪਰ ਮਾਨ ਸਾਬ੍ਹ ਦਿੱਲੀ ਵਿੱਚ ਆਪਣੀ ਪਾਰਟੀ ਨੂੰ ਜਿਤਾਉਣ ਲਈ ਚੋਣ ਰਾਗ ਅਲਾਪ ਰਹੇ ਹਨ। ਜਾਖੜ ਨੇ ਕਿਹਾ ਕਿ ਡਾ. ਅੰਬੇਡਕਰ ਕਿਸੇ ਵਿਸ਼ੇਸ਼ ਵਰਗ ਜਾਂ ਜਾਤੀ ਤੱਕ ਸੀਮਤ ਨਹੀਂ ਸਗੋਂ ਪੂਰੇ ਭਾਰਤ ਦੇ 140 ਕਰੋੜ ਨਾਗਰਿਕਾਂ ਦੇ ਸਤਿਕਾਰ ਦੇ ਹੱਕਦਾਰ ਹਨ। ਉਨ੍ਹਾਂ ਨੇ ਨਾ ਸਿਰਫ਼ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸਗੋਂ ਗਰੀਬੀ ਨਾਲ ਜੂਝ ਰਹੇ ਲੋਕ ਲੱਖਾਂ ਪਰਿਵਾਰਾਂ ਦੇ ਹਿੱਤਾਂ ਨੂੰ ਸਰਵਉੱਚ ਮੰਨਿਆ ਸੀ। ਉਹਨਾਂ ਨੂੰ ਕਿਸੇ ਖਾਸ ਵਰਗ ਜਾਂ ਰਾਜਨੀਤਿਕ ਪਾਰਟੀ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਪ੍ਰਦੇਸ਼ ਭਾਜਪਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਗਤੀਵਿਧੀਆਂ ਤੋਂ ਬਦਬੂ ਆ ਰਹੀ ਸੀ। ਅੰਮਿ੍ਰਤਸਰ ਦੀ ਘਟਨਾ ਦੇ ਪਿੱਛੇ ਦੀ ਸਾਜਿਸ਼ ਨੂੰ ਸਿਰਫ਼ ਇੱਕ ਵਿਅਕਤੀ ਨਾਲ ਜੋੜ ਕੇ ਦਬਾਇਆ ਨਹੀਂ ਜਾ ਸਕਦਾ।  

 

 

 

 

  

ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਵੀ ਇਕ ਮਹੀਨੇ ਦੀ ਰੋਕ ਵਧੀ

ਅੰਮਿ੍ਰਤਸਰ/ਬਿਊਰੋ ਨਿਊਜ਼

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਵੱਲੋਂ ਤਿੰਨ ਮੈਂਬਰੀ ਜਾਂਚ ਕਮੇਟੀ ਨੂੰ ਜਾਂਚ ਲਈ ਇਕ ਮਹੀਨੇ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਲੰਘੀ 19 ਦਸੰਬਰ ਨੂੰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਵਲੋਂ ਹੰਗਾਮੀ ਇਕੱਤਰਤਾ ਸੱਦੀ ਗਈ ਸੀ। ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਆਰੋਪਾਂ ਦੀ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ। ਇਸ ਕਮੇਟੀ ਨੂੰ ਮਾਮਲੇ ਦੀ ਜਾਂਚ ਲਈ 15 ਦਿਨ ਦਾ ਸਮਾਂ ਦਿੱਤਾ ਸੀ, ਜਦਕਿ ਕਮੇਟੀ ਦੀ ਮੰਗ ਤੇ ਅੰਤਿ੍ਰੰਗ ਕਮੇਟੀ ਨੇ 31 ਦਸੰਬਰ ਦੀ ਇਕੱਤਰਤਾ ਵਿਚ ਇਕ ਮਹੀਨੇ ਦਾ ਸਮਾਂ ਹੋਰ ਵਧਾ ਦਿੱਤਾ ਸੀ। ਹੁਣ ਕਮੇਟੀ ਵੱਲੋਂ ਦੁਬਾਰਾ ਮੰਗ ਕਰਨ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਂਚ ਲਈ ਇਕ ਮਹੀਨੇ ਦਾ ਸਮਾਂ ਹੋਰ ਵਧਾ ਦਿੱਤਾ ਹੈ। ਇਸਦੇ ਚੱਲਦਿਆਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਵੀ ਇਕ ਮਹੀਨੇ ਦੀ ਰੋਕ ਵਧ ਗਈ ਹੈ। ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਨਿਭਾਉਣ ਲਈ ਰੋਕ ਲਗਾਈ ਗਈ ਹੈ।   

ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਨੂੰ ਹਰਾ ਕੇ ਨਵਾਂ ਇਤਿਹਾਸ ਰਚ ਦਿੱਤਾ ਹੈ। ਭਾਜਪਾ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਨੂੰ 19 ਅਤੇ ਆਪ-ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮਲਤਾ ਨੂੰ 17 ਵੋਟਾਂ ਮਿਲੀਆਂ। ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਉਹ ਪਹਿਲਾਂ ਹੀ ਦੱਸ ਚੁੱਕੇ ਹਨ ਕਿ ਕਾਂਗਰਸ ਨੇ ਚੰਡੀਗੜ੍ਹ ਮੇਅਰ ਦੀ ਚੋਣ ਲਈ ਆਪਣਾ ਉਮੀਦਵਾਰ ਨਾ ਉਤਾਰ ਕੇ 'ਆਪ' ਆਦਮੀ ਪਾਰਟੀ ਨੂੰ ਸਮਰਥਨ ਦਿੱਤਾ ਹੈ। ਚੰਡੀਗੜ੍ਹ ਦੇ ਮੇਅਰ ਦਾ ਅਹੁਦਾ ਜਿੱਤਣ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਅੰਦਰੂਨੀ ਤੌਰ 'ਤੇ ਇਕਜੁੱਟ ਹਨ ਅਤੇ ਉਹ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਭਾਜਪਾ ਦੇ ਸੂਬਾ ਬੁਲਾਰੇ ਬਲੀਏਵਾਲ ਦਾ ਕਹਿਣਾ ਹੈ ਕਿ ਬੇਸ਼ੱਕ ਪੰਜਾਬ ਦੇ ਲੋਕਾਂ ਨੇ ਲੋਕ ਸਭਾ ਚੋਣਾਂ 'ਚ ਕਾਂਗਰਸ ਨੂੰ 7 ਸੀਟਾਂ 'ਤੇ ਜਿੱਤ ਦਿਵਾਈ ਪਰ ਕਾਂਗਰਸ ਅਤੇ 'ਆਪ' ਦੀ ਏਕਤਾ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣੇ ਬੇਨਕਾਬ ਹੋ ਗਈ ਹੈ, ਜਿਸ ਦਾ ਸਿੱਧਾ ਅਸਰ 2027 ਦੀ ਪੰਜਾਬ ਵਿਧਾਨ ਸਭਾ ਚੋਣਾਂ 'ਤੇ ਪਵੇਗਾ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੇਅਰ ਦੀ ਚੋਣ ਸਮੇਂ ਐਲਾਨ ਕੀਤਾ ਸੀ ਕਿ ਭਾਵੇਂ ਕਾਂਗਰਸ ਅਤੇ ਆਮ ਪਾਰਟੀ ਇੰਡਿਆ ਗਠਜੋੜ ਰਾਹੀਂ ਇੱਕ ਮੰਚ 'ਤੇ ਹਨ ਪਰ ਕਾਂਗਰਸ ਦਾ 'ਆਪ' ਪਾਰਟੀ ਨਾਲ ਨਾ ਕਦੇ ਕੋਈ ਸਬੰਧ ਸੀ, ਨਾ ਹੈ ਅਤੇ ਨਾ ਕਦੇ ਰਹੇਗਾ। ਪਰ ਚੰਡੀਗੜ੍ਹ ਮੇਅਰ ਚੋਣ ਵਿੱਚ ਉਨ੍ਹਾਂ ਦਾ ਦਾਅਵਾ ਝੂਠਾ ਸਾਬਤ ਹੋਇਆ। ਕਾਂਗਰਸ ਪਾਰਟੀ ਵੱਲੋਂ ਮੇਅਰ ਚੋਣ ਸਮੇਂ ਆਪਣਾ ਉਮੀਦਵਾਰ ਨਾ ਉਤਾਰਨਾ ਅਤੇ ਮੇਅਰ ਚੋਣ ਲਈ ‘ਆਪ’ ਪਾਰਟੀ ਨੂੰ ਸਮਰਥਨ ਦੇਣਾ ਸਾਫ਼ ਜ਼ਾਹਰ ਕਰਦਾ ਹੈ ਕਿ ਪੰਜਾਬ ਵਿੱਚ ਵੀ ਕਾਂਗਰਸ ਅਤੇ ਸੱਤਾਧਾਰੀ ਧਿਰ ਲੋਕਾਂ ਨੂੰ ਗੁੰਮਰਾਹ ਕਰਕੇ ਆਪਣਾ-ਆਪਣਾ ਉੱਲੂ ਸਿੱਧਾ ਕਰਨ ਵਿੱਚ ਲਗੇ ਹੁਏ ਹਨ। ਇਸ ਸੱਚਾਈ ਦਾ ਪਰਦਾਫਾਸ਼ ਹੋਣ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੇਅਰ ਚੋਣਾਂ ਨੂੰ ਲੈ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਕਾਂਗਰਸੀ ਉਮੀਦਵਾਰ ਹੁਣ ਇਹ ਸੋਚਣ ਲਈ ਮਜਬੂਰ ਹਨ ਕਿ ਕੀ ਅੰਮ੍ਰਿਤਸਰ ਵਿੱਚ ਵੀ ਮੇਅਰ ਚੋਣਾਂ ਨੂੰ ਲੈ ਕੇ ਕੋਈ ਫ੍ਰੈਂਡਲੀ ਮੈਚ ਤਾਂ ਨਹੀਂ ਖੇਡਿਆ ਗਿਆ ਹੈ। ਬਲੀਏਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਮੇਅਰ ਦੇ ਚੰਡੀਗੜ੍ਹ ਨਗਰ ਨਿਗਮ ਦੀ ਵਾਗਡੋਰ ਸੰਭਾਲਣ ਨਾਲ ਚੰਡੀਗੜ੍ਹ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ। ਦੁਨੀਆ ਭਰ 'ਚ ਖਾਸ ਪਛਾਣ ਰੱਖਣ ਵਾਲੇ ਸਿਟੀ ਬਿਊਟੀਫੁੱਲ ਦੇ ਨਾਂ ਨੂੰ ਬਰਕਰਾਰ ਰੱਖਣ ਅਤੇ ਸੁਧਾਰਨ 'ਚ ਕਈ ਅਹਿਮ ਫੈਸਲੇ ਲੋਕਾਂ ਲਈ ਕਾਫੀ ਫਾਇਦੇਮੰਦ ਹੋਣਗੇ।

ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਵੀ ਦਿੱਤੇ ਜਾਣਗੇ ਮੰਗ ਪੱਤਰ

ਮੁਹਾਲੀ/ਬਿਊਰੋ ਨਿਊਜ਼

ਪੰਜਾਬ ਦੇ ਕਿਸਾਨਾਂ ਵੱਲੋਂ ਨਵੇਂ ਖੇਤੀ ਮੰਡੀਕਰਨ ਖਰੜੇ ਨੂੰ ਲੈ ਕੇ ਆਉਂਦੀ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨਾਲ ਸਬੰਧਤ ਕੁਝ ਕਿਸਾਨ ਜਥੇਬੰਦੀਆਂ ਦੀ ਮੁਹਾਲੀ ਵਿਚ ਹੋਈ ਸਾਂਝੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਕਿਸਾਨ ਯੂਨੀਅਨ (ਮਾਨਸਾ) ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਯੂਨੀਅਨ (ਤੋਤੇਵਾਲ) ਦੇ ਪ੍ਰਧਾਨ ਸੁੱਖ ਗਿੱਲ ਮੋਗਾ ਤੇ ਜੰਗਵੀਰ ਸਿੰਘ ਚੌਹਾਨ ਸਣੇ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਅਤੇ ਸੁੱਖ ਗਿੱਲ ਮੋਗਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਮੁੱਢੋਂ ਰੱਦ ਕਰਨ ਸਣੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਲਈ 5 ਮਾਰਚ ਨੂੰ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਚੰਡੀਗੜ੍ਹ ’ਚ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੇ ਫੈਸਲੇ ਅਨੁਸਾਰ 9 ਫਰਵਰੀ ਨੂੰ ਪੰਜਾਬ ਭਰ ਵਿੱਚ ਸਾਰੇ ਲੋਕ ਸਭਾ ਮੈਂਬਰਾਂ ਅਤੇ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ 15 ਫਰਵਰੀ ਕਿਸਾਨ ਭਵਨ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ। 

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੰਮਿ੍ਰਤਸਰ ’ਚ ਹੈਰੀਟੇਜ ਸਟਰੀਟ ’ਤੇ ਸਥਿਤ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਅਤੇ ਸੰਵਿਧਾਨ ਪੱਥਰ ਦੀ ਮੂਰਤੀ ਨੂੰ ਸਾੜਨ ਦੀ ਕੋਸ਼ਿਸ਼ ਦੀ ਇੱਕ ਨਿਰਪੱਖ ਏਜੰਸੀ ਵੱਲੋਂ ਜਾਂਚ ਦੀ ਮੰਗ ਕਰਦੇ ਹੋਏ ਪੰਜਾਬ ਦੇ ਸੀਨੀਅਰ ਭਾਜਪਾ ਆਗੂਆਂ ਦੇ ਵਫ਼ਦ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਭਾਜਪਾ ਆਗੂਆਂ ਨੇ ਰਾਜਪਾਲ ਨੂੰ ਦੱਸਿਆ ਕਿ ਇਹ ਘਟਨਾ ਪੰਜਾਬ ਵਿੱਚ ਅਸੰਤੋਸ਼ ਦਾ ਭਾਵਨਾ ਫੈਲਾਉਣ ਅਤੇ ਫਿਰਕੂ ਸਦਭਾਵਨਾ ਨੂੰ ਖਰਾਬ ਕਰਨ ਦੀ ਇੱਕ ਵੱਡੀ ਸਾਜਿਸ਼ ਦਾ ਹਿੱਸਾ ਹੈ। ਇਸ ਲਈ ਇਸ ਸ਼ਰਮਨਾਕ ਕਾਰੇ ਦੇ ਪਿੱਛੇ ਅਸਲ ਮਨੋਰਥਾਂ ਅਤੇ ਮਾਸਟਰਮਾਈਂਡਾਂ ਦਾ ਪਰਦਾਫਾਸ਼ ਕਰਨਾ ਅਤੇ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨਾ ਬਹੁਤ ਜ਼ਰੂਰੀ ਹੈ, ਜਿਸ ਵਿੱਚ ਉਹ ਲੋਕ ਵੀ ਸ਼ਾਮਲ ਹੋ ਸਕਦੇ ਹਨ ਜਿਨ੍ਹਾਂ ਨੇ ਰਾਜਨੀਤਿਕ ਉਦੇਸ਼ਾਂ ਨਾਲ ਇਹ ਕਾਰਾ ਕੀਤਾ ਹੈ। ਭਾਜਪਾ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਇੱਕ ਨਿਰਪੱਖ ਏਜੰਸੀ ਤੋਂ ਜਾਂਚ ਦੀ ਮੰਗ ਕਰ ਰਹੇ ਹਨ ਜੋ ਪੰਜਾਬ ਸਰਕਾਰ ਦੇ ਅਧੀਨ ਨਹੀਂ ਆਉਦੀਂ ਕਿਉਂਕਿ ਇਹ ਘਟਨਾ ਪੁਲਿਸ ਸਟੇਸ਼ਨ ਤੋਂ ਸਿਰਫ਼ 100 ਮੀਟਰ ਦੀ ਦੂਰੀ ’ਤੇ ਵਾਪਰੀ ਸੀ। ਇਸ ਗੱਲ ਦਾ ਪੱਕਾ ਸ਼ੱਕ ਹੈ ਕਿ ਇਹ ਨਿੰਦਣਯੋਗ ਘਟਨਾ ਸਰਕਾਰੀ ਮਸ਼ੀਨਰੀ ਅਤੇ ਪੰਜਾਬ ਦੀ ਸੱਤਾਧਾਰੀ ‘ਆਪ’ ਸਰਕਾਰ ਦੀ ਮਿਲੀਭੁਗਤ ਨਾਲ ਵਾਪਰੀ ਹੋ ਸਕਦੀ ਹੈ। ਵਫ਼ਦ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਬੀ.ਜੇ.ਪੀ. ਪੰਜਾਬ ਤੋਂ ਕੋਰ ਗਰੁੱਪ ਮੈਂਬਰ ਕੇਵਲ ਢਿੱਲੋਂ, ਜਨਰਲ ਸਕੱਤਰ ਅਨਿਲ ਸਰੀਨ, ਮੀਤ ਪ੍ਰਧਾਨ ਫਤਿਹ ਜੰਗ ਬਾਜਵਾ, ਮੋਹਿੰਦਰ ਕੌਰ ਜੋਸ਼, ਸਕੱਤਰ ਰੇਣੂ ਕਸ਼ਯਪ, ਐਸ.ਸੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਬੀਰ ਸਿੰਘ ਮਹਿਰਾਜ ਅਤੇ ਹਰਦੀਪ ਸਿੰਘ ਗਿੱਲ, ਬੁਲਾਰੇ ਐਸ.ਐਸ. ਚੰਨੀ, ਸੂਬਾ ਕਨਵੀਨਰ ਲੀਗਲ ਸੈੱਲ ਐਨ.ਕੇ. ਵਰਮਾ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਮੌਜੂਦ ਸਨ।

 

 

 

 

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.