Friday, 17 April 2026

ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ’ਤੇ ਲਗਾਏ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ 15 ਅਕਤੂੁਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਲੰਘੇ ਬੁੱਧਵਾਰ ਅਤੇ ਵੀਰਵਾਰ ਨੂੰ ਦੋ ਦਿਨ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਬੀ ਡੀ ਪੀ ਓ ਦਫਤਰ ਖੁੱਲ੍ਹੇ ਰੱਖੇ ਗਏ ਸਨ ਤਾਂ ਜੋ ਉਮੀਦਵਾਰਾਂ ਨੂੰ ਐਨ ਓ ਸੀ ਅਤੇ ਚੁੱਲ੍ਹਾ ਟੈਕਸ ਦੀਆਂ ਰਸੀਦਾਂ ਜਾਰੀ ਕੀਤੀਆਂ ਜਾ ਸਕਣ। ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਰੋਪ ਲਗਾ ਰਹੇ ਹਨ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸੱਤਾਧਾਰੀ ਪਾਰਟੀ ਦੇ ਹੁਕਮਾਂ ’ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਭਲਕੇ 5 ਅਕਤੂਬਰ ਨੂੰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਣੀ ਹੈ ਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੰਤਿਮ ਦਿਨ ਹੈ। ਪੰਜਾਬ ਵਿਚ  ਪੰਚਾਇਤੀ ਚੋਣਾਂ ਲਈ ਵੋਟਾਂ 15 ਅਕਤੂਬਰ ਨੂੰ ਪੈਣੀਆਂ ਹਨ ਤੇ ਉਸੇ ਦਿਨ ਵੋਟਾਂ ਦੀ ਗਿਣਤੀ ਵੀ ਹੋ ਜਾਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। 

 

 

 

ਝੋਨੇ ਦੀ ਨਿਰਵਿਘਨ ਖਰੀਦ ਨੂੰ ਲੈ ਕੇ ਮੰਤਰੀਆਂ ਤੇ ਅਫਸਰਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਐਮ ਮਾਨ ਵਲੋਂ ਦੱਸਿਆ ਗਿਆ ਕਿ ਅੱਜ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਲੈ ਕੇ ਮੰਤਰੀਆਂ, ਵਿਧਾਇਕਾਂ ਅਤੇ ਅਫਸਰ ਸਾਹਿਬਾਨਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ ਹੈ ਅਤੇ ਇਨ੍ਹਾਂ ਸਾਰਿਆਂ ਨੂੰ ਮੰਡੀਆਂ ਦੇ ਦੌਰੇ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਆਖਿਆ ਕਿ ਮੰਡੀਆਂ ਵਿਚ ਝੋਨੇ ਦੀ ਫਸਲ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਨੂੰ ਕਿਹਾ ਗਿਆ ਹੈ ਤਾਂ ਜੋ ਸਾਡੇ ਕਿਸਾਨ ਭਰਾਵਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਅਸੀਂ ਸ਼ੈਲਰ ਮਾਲਕਾਂ ਦੀਆਂ ਅਸਲ ਮੰਗਾਂ ਨੂੰ ਕੇਂਦਰ ਸਰਕਾਰ ਮੂਹਰੇ ਚੁੱਕ ਰਹੇ ਹਾਂ। ਸੀਐਮ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਮਜ਼ਦੂਰਾਂ ਨੂੰ ਲਾਭ ਪਹੁੰਚਾਉਣ ਲਈ ਮੰਡੀ ਲੇਬਰ ਚਾਰਜ ਵਿਚ ਵੀ ਬੇਮਿਸਾਲ ਵਾਧਾ ਕੀਤਾ ਗਿਆ ਹੈ।  

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣ : ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਪ੍ਰਤੀ ਨਜ਼ਰੀਆ ਬਦਲਣ ਦੀ ਸਲਾਹ ਦਿੱਤੀ ਹੈ। ਜਾਖੜ ਨੇ ਨਸੀਹਤ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣੇ ਚਾਹੀਦੇ ਹਨ। ਸੁਨੀਲ ਜਾਖੜ ਨੇ ਇੱਥੋਂ ਤੱਕ ਵੀ ਕਹਿ ਦਿੱਤਾ ਕਿ ਜਿਸ ਵਿਅਕਤੀ ਨੂੰ ਵੀ ਪੰਜਾਬ ਭਾਜਪਾ ਦਾ ਪ੍ਰਧਾਨ ਲਗਾਇਆ ਜਾਵੇ, ਉਸ ਨੂੰ ਖੁਦਮੁਖਤਿਆਰੀ ਅਤੇ ਪੂਰੇ ਅਧਿਕਾਰ ਦਿੱਤੇ ਜਾਣ। ਜਾਖੜ ਨੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਵੀ ਸਵਾਲ ਚੁੱਕੇ ਹਨ। ਧਿਆਨ ਰਹੇ ਕਿ ਜਾਖੜ ਪਿਛਲੇ ਕੁਝ ਦਿਨਾਂ ਤੋਂ ਭਾਜਪਾ ਹਾਈਕਮਾਨ ਦੇ ਫੈਸਲਿਆਂ ਦੇ ਖਿਲਾਫ ਚੱਲ ਰਹੇ ਹਨ ਅਤੇ ਜਾਖੜ ਨੇ ਪਾਰਟੀ ਦੀਆਂ ਮੀਟਿੰਗਾਂ ਤੋਂ ਵੀ ਦੂਰੀ ਬਣਾਈ ਹੋਈ ਹੈ। ਇਸ ਤੋਂ ਸਪੱਸ਼ਟ ਹੈ ਕਿ ਜਾਖੜ ਦੀ ਨਰਾਜ਼ਗੀ ਭਾਜਪਾ ਨਾਲ ਹੁਣ ਦਿਨੋਂ ਦਿਨ ਵਧਦੀ ਹੀ ਜਾ ਰਹੀ ਹੈ।  ਪਿਛਲੇ ਦਿਨੀਂ ਤਾਂ ਸੁਨੀਲ ਜਾਖੜ ਦੇ ਅਸਤੀਫੇ ਦੀਆਂ ਚਰਚਾਵਾਂ ਵੀ ਚੱਲਦੀਆਂ ਰਹੀਆਂ ਹਨ।  

 

 

ਸਰਪੰਚੀ ਅਹੁਦੇ ਲਈ ਬੋਲੀ ਲਗਾਉਣ ਵਾਲਿਆਂ ਖਿਲਾਫ ਹਰਪਾਲ ਸਿੰਘ ਚੀਮਾ ਨੇ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਅੱਜ ਸੂਬੇ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਹੈ। ‘ਆਪ’ ਵਲੋਂ ਪੰਜਾਬ ’ਚ ਕੁਝ ਪਿੰਡਾਂ ਵਿਚ ਸਰਪੰਚੀ ਅਹੁਦੇ ਲਈ ਬੋਲੀ ਲਗਾਏ ਜਾਣ ਦੀਆਂ ਘਟਨਾਵਾਂ ਦੀ ਜਾਂਚ ਕਰਨ ਅਤੇ ਆਰੋਪੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।  ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਚੱਲਿਆ ਕਿ ਕੁਝ ਲੋਕ ਪੈਸੇ ਦੇ ਜ਼ੋਰ ’ਤੇ ਪੰਚੀ-ਸਰਪੰਚੀ ਦਾ ਅਹੁਦਾ ਖਰੀਦਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਉਂਝ ਤਾਂ ਅਜਿਹੀਆਂ ਇੱਕਾ-ਦੁੱਕਾ ਘਟਨਾਵਾਂ ਹੀ ਸਾਹਮਣੇ ਆਈਆਂ ਹਨ, ਪਰ ਲੋਕਤੰਤਰ ਵਿਚ ਅਜਿਹਾ ਬਿਲਕੁਲ ਨਹੀਂ ਹੋਣਾ ਚਾਹੀਦਾ। ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਕੋਲੋਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਕਾਰਵਾਈ ਕੀਤੀ ਜਾਵੇ। ਹਰਪਾਲ ਚੀਮਾ ਨੇ ਦੱਸਿਆ ਕਿ ਸੂਬੇ ਦੇ ਚੋਣ ਕਮਿਸ਼ਨ ਨੇ ਭਰੋਸਾ ਦਿਵਾਇਆ ਹੈ ਕਿ ਅਜਿਹੇ ਮਾਮਲਿਆਂ ਸਬੰਧੀ ਜਾਂਚ ਕੀਤੀ ਜਾਵੇਗੀ।  

 

 

‘ਆਪ’ ਵਿਧਾਇਕਾਂ ਤੇ ਮੰਤਰੀਆਂ ਨੂੰ ਚਿਤਾਵਨੀ ਪੱਤਰ ਦੇਣ ਦਾ ਐਲਾਨ

ਖੰਨਾ/ਬਿਊਰੋ ਨਿਊਜ਼

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇ ਪੰਜਾਬ ਵਿਚ ਝੋਨੇ ਦੀ ਖਰੀਦ ਸਮੇਂ ਸਿਰ ਨਾ ਕੀਤੀ ਗਈ ਤਾਂ ਸੂਬੇ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਬਲਬੀਰ ਸਿੰਘ ਰਾਜੇਵਾਲ ਨੇ ਖੰਨਾ ਵਿਚ ਕਿਸਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ ਹੈ। ਰਾਜੇਵਾਲ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਥਿਤ ਮਿਲੀਭੁਗਤ ਤੇ ਕਿਸਾਨ ਵਿਰੋਧੀ ਸੋਚ ਕਾਰਨ ਪਿਛਲੇ ਕਈ ਵਰ੍ਹਿਆਂ ਤੋਂ ਸੂਬੇ ਦੇ ਸਾਰੇ ਗੁਦਾਮਾਂ ਵਿਚੋਂ ਕਣਕ ਤੇ ਚੌਲ ਦੇ ਭੰਡਾਰ ਦੂਜੇ ਸੂਬਿਆਂ ਨੂੰ ਨਹੀਂ ਭੇਜੇ ਗਏ, ਜਿਸ ਕਾਰਨ ਝੋਨੇ ਦੀ ਖਰੀਦ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇਸੇ ਤਰ੍ਹਾਂ ਆਲੂ ਅਤੇ ਕਣਕ ਦੀ ਬਿਜਾਈ ਲਈ ਪੰਜਾਬ ਵਿਚ ਡੀਏਪੀ ਖਾਦ ਦੀ ਭਾਰੀ ਤੋਟ ਨੇ ਵੀ ਕਿਸਾਨਾਂ ਨੂੰ ਚਿੰਤਤ ਕਰ ਦਿੱਤਾ ਹੈ, ਜੋ ਸਿਰਫ ਦੋਵਾਂ ਸਰਕਾਰਾਂ ਦੀ ਨਲਾਇਕੀ ਦਾ ਨਤੀਜਾ ਹੈ। ਇਸ ਮੌਕੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਕਿਸਾਨ ਯੂਨੀਅਨ ਦੇ ਵਰਕਰ 5 ਅਕਤੂਬਰ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਘਰਾਂ ਵਿਚ ਜਾ ਕੇ ਚਿਤਾਵਨੀ ਪੱਤਰ ਦੇਣਗੇ।

ਪੰਧੇਰ ਨੇ ਵੀਰਵਾਰ ਨੂੰ ਰੇਲਾਂ ਦਾ ਚੱਕਾ ਜਾਮ ਕਰਨ ਦੀ ਕਹੀ ਗੱਲ

ਜਲੰਧਰ/ਬਿਊਰੋ ਨਿਊਜ਼

ਜਲੰਧਰ ਵਿਚ ਅੱਜ ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕੀਤੀ ਹੈ ਅਤੇ ਉਨ੍ਹਾਂ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ ਹੈ। ਪੰਧੇਰ ਨੇ ਸਰਕਾਰ ਅੱਗੇ ਕਿਸਾਨੀ ਸਬੰਧੀ ਮੰਗਾਂ ਰੱਖੀਆਂ ਅਤੇ ਸਰਕਾਰ ਨੂੰ ਇਹ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕਰਨ ਲਈ ਕਿਹਾ ਹੈ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਕਿਸਾਨੀ ਸਬੰਧੀ ਮੰਗਾਂ ਨਾ ਮੰਨੀਆਂ ਤਾਂ 3 ਅਕਤੂਬਰ ਦਿਨ ਵੀਰਵਾਰ ਨੂੰ ਦੇਸ਼ ਭਰ ਵਿਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਰੇਲਾਂ ਦਾ ਚੱਕਾ ਜਾਮ ਸਿਰਫ 2 ਘੰਟੇ ਲਈ ਕੀਤਾ ਜਾਵੇਗਾ ਤਾਂ ਕਿ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਵੀ ਨਾ ਕਰਨਾ ਪਵੇ। ਇਸੇ ਦੌਰਾਨ ਪੰਧੇਰ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੀ ਪੰਜਾਬ ਸਰਕਾਰ ’ਤੇ ਆਰੋਪ ਲਗਾਏ ਹਨ। ਕਿਸਾਨ ਆਗੂ ਨੇ ਕਿਹਾ ਕਿ ਪਰਾਲੀ ਦਾ ਪ੍ਰਦੂਸ਼ਣ ਦੇਸ਼ ਵਿਚ ਸਿਰਫ 2 ਫੀਸਦੀ ਹੈ, ਪਰ 98 ਫੀਸਦੀ ਪ੍ਰਦੂਸ਼ਣ ਸਬੰਧੀ ਕੋਈ ਗੱਲ ਹੀ ਨਹੀਂ ਕਰਦਾ। 

 

ਭਾਜਪਾ ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖ ਜਜ਼ਬਾਤਾਂ ਨਾਲ ਖੇਡ ਰਹੀ ਹੈ : ਧਾਲੀਵਾਲ

ਅਜਨਾਲਾ/ਬਿਊਰੋ ਨਿਊਜ਼

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸਿਰਸਾ ਮੁਖੀ ਨੂੰ ਮਿਲੀ ਪੈਰੋਲ ਦਾ ਸਖਤ ਵਿਰੋਧ ਕੀਤਾ ਹੈ। ਹਰਿਆਣਾ ਸਰਕਾਰ ਵਲੋਂ ਡੇਰਾ ਮੁਖੀ ਨੂੰ 20 ਦਿਨ ਦੀ ਪੈਰੋਲ ਦੇਣ ’ਤੇ ਧਾਲੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਾਜਪਾ ਸਿੱਖ ਜਜ਼ਬਾਤਾਂ ਨਾਲ ਖੇਡ ਰਹੀ ਹੈ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਲਾਹਾ ਲੈਣ ਲਈ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਰਹੀ ਹੈ। ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਭਾਜਪਾ ਜੋ ਮਰਜ਼ੀ ਕਰ ਲਵੇ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਕਰਾਰੀ ਹਾਰ ਹੋਵੇਗੀ। ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਜ਼ਬਰ ਜਨਾਹ ਦੇ ਦੋਸ਼ਾਂ ਹੇਠ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ ਅਤੇ ਹਰਿਆਣਾ ਸਰਕਾਰ ਨੇ ਡੇਰਾਮੁਖੀ ਨੂੰ ਫਿਰ 20 ਦਿਨ ਦੀ ਪੈਰੋਲ ਦਿੱਤੀ ਹੈ, ਜਿਸਦਾ ਵਿਰੋਧ ਵੀ ਹੋ ਰਿਹਾ ਹੈ।   

ਅਸਾਮ ਪੁਲਿਸ ਦੀ ਮੱਦਦ ਨਾਲ ਚਲਾਇਆ ਗਿਆ ਸੀ ਇਹ ਅਪਰੇਸ਼ਨ

ਚੰਡੀਗੜ੍ਹ/ਬਿਊਰੋ ਨਿਊਜ਼  

ਲੁਧਿਆਣਾ ਦੀ ਪੁਲਿਸ ਨੇ ਅਸਾਮ ਪੁਲਿਸ ਦੀ ਮੱਦਦ ਨਾਲ ਇਕ ਅੰਤਰਰਾਸ਼ਟਰੀ ਸਾਈਬਰ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਰਫਤਾਰ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਾਈਬਰ ਗਿਰੋਹ ਦੇ ਮੈਂਬਰਾਂ ਨੂੰ ਗੁਹਾਟੀ ਵਿਚੋਂ ਗਿ੍ਰਫਤਾਰ ਕੀਤਾ ਗਿਆ ਹੈ। ਇਸਦੇ ਨਾਲ ਹੀ ਇਸ ਮਾਮਲੇ ਵਿਚ 7 ਹੋਰ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵੀ ਇਸ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਹੈ। ਡੀਜੀਪੀ ਨੇ ਦੱਸਿਆ ਆਰੋਪੀਆਂ ਕੋਲੋਂ ਏਟੀਐਮ ਕਾਰਡ, ਮੋਬਾਇਲ ਫੋਨ ਅਤੇ 5 ਕਰੋੜ ਤੋਂ ਜ਼ਿਆਦਾ ਦੀ ਨਕਦੀ ਵੀ ਬਰਾਮਦ ਹੋਈ ਹੈ। 

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੀਬੀ ਜਗੀਰ ਕੌਰ ਖਿਲਾਫ ਪਹੁੰਚੀਆਂ ਸਨ ਸ਼ਿਕਾਇਤਾਂ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਅੱਜ ਬੁੱਧਵਾਰ ਨੂੰ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪ ਦਿੱਤਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਮ ਇਸ ਤਿੰਨ ਸਫ਼ਿਆਂ ਦੇ ਸਪੱਸ਼ਟੀਕਰਨ ਪੱਤਰ ਵਿਚ ਉਨ੍ਹਾਂ ਕਿਹਾ ਕਿ ਮੈਂ ਪੰਥਕ ਪਰਿਵਾਰ ਨਾਲ ਸੰਬੰਧ ਰੱਖਦੀ ਹਾਂ, ਜਿਸ ਦੇ ਵੱਡੇ ਵਡੇਰਿਆਂ ਨੇ ਸਿੱਖੀ ਦੇ ਪ੍ਰਚਾਰ, ਪ੍ਰਸਾਰ ਅਤੇ ਪੰਥਕ ਜੱਦੋ ਜਹਿਦ ਵਿਚ ਜ਼ਿਕਰਯੋਗ ਹਿੱਸਾ ਪਾਇਆ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਵਿਰੋਧੀ ਕਿਸੇ ਵੀ ਤਰ੍ਹਾਂ ਦਾ ਕੰਮ ਕਰਨ ਬਾਰੇ ਮੈਂ ਸੋਚ ਵੀ ਨਹੀਂ ਸਕਦੀ। ਜ਼ਿਕਰਯੋਗ ਹੈ ਕਿ ਲੰਘੀ 26 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਦੇ ਸੰਦਰਭ ਵਿਚ ਇਕ ਹਫ਼ਤੇ ਦੇ ਅੰਦਰ-ਅੰਦਰ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। 

ਜਾਖੜ ਦੋ-ਚਾਰ ਦਿਨਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ’ਚ ਹੋਣਗੇ ਸ਼ਾਮਲ : ਵਿਜੇ ਰੂੁਪਾਨੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਭਾਜਪਾ ਦੀ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਚ ਮੀਟਿੰਗ ਹੋਈ ਹੈ। ਪਰ ਇਸ ਮੀਟਿੰਗ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨਹੀਂ ਪਹੁੰਚੇ ਹਨ। ਇਸ ਨੂੰ ਲੈ ਕੇ ਇਕ ਵਾਰ ਫਿਰ ਭਾਜਪਾ ’ਚੋਂ ਸੁਨੀਲ ਜਾਖੜ ਦੇ ਅਸਤੀਫੇ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਇਸ ਮਾਮਲੇ ਵਿਚ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਕਿਹਾ ਕਿ ਜਾਖੜ ਆਪਣੇ ਨਿੱਜੀ ਕੰਮਾਂ ਕਰਕੇ ਦਿੱਲੀ ਵਿਚ ਹਨ ਅਤੇ ਉਹ ਦੋ-ਚਾਰ ਦਿਨਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਹੋ ਜਾਣਗੇ। ਰੂਪਾਨੀ ਨੇ ਕਿਹਾ ਕਿ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਹਨ ਅਤੇ ਉਨ੍ਹਾਂ ਦੀ ਅਗਵਾਈ ਵਿਚ ਹੀ ਸੂਬੇ ’ਚ ਪਾਰਟੀ ਅੱਗੇ ਵਧ ਰਹੀ ਹੈ। ਵਿਜੇ ਰੂਪਾਨੀ ਨੇ ਜਾਖੜ ਦੇ ਅਸਤੀਫੇ ਦੀਆਂ ਗੱਲਾਂ ਨੂੰ ਅਫਵਾਹ ਦੱਸਿਆ ਹੈ।   

 

 

ਸਰਕਾਰ ਦੇ ਨਿਯਮਾਂ ਦੀ ਅਣਦੇਖੀ ਹੋਣ ਦੇ ਵੀ ਸੰਤ ਸੀਚੇਵਾਲ ਨੇ ਲਗਾਏ ਆਰੋਪ

ਜਲੰਧਰ/ਬਿਊਰੋ ਨਿਊਜ਼ 

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਸਥਿਤ ਕੇਂਦਰੀ ਪਾਸਪੋਰਟ ਦਫਤਰ ਦੇ ਖਿਲਾਫ ਕੇਂਦਰ ਸਰਕਾਰ ਕੋਲ ਸ਼ਿਕਾਇਤ ਭੇਜੀ ਹੈ। ਸੰਤ ਸੀਚੇਵਾਲ ਨੇ ਇਹ ਸ਼ਿਕਾਇਤ ਜਲੰਧਰ ਦੇ ਪਾਸਪੋਰਟ ਦਫਤਰ ਵਿਚ ਚੱਲ ਰਹੇ ਭਿ੍ਰਸ਼ਟਾਚਾਰ ਅਤੇ ਮਾੜੀ ਵਿਵਸਥਾ ਨੂੰ ਲੈ ਕੇ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਪਾਸਪੋਰਟ ਦਫਤਰ ਨੂੰ ਲੈ ਕੇ ਪਹਿਲਾਂ ਵੀ ਕੇਂਦਰੀ ਏਜੰਸੀ ਸੀਬੀਆਈ ਵਲੋਂ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਭਿ੍ਰਸ਼ਟਾਚਾਰ ਦੇ ਆਰੋਪਾਂ ਤਹਿਤ ਸੀਬੀਆਈ ਨੇ ਖੇਤਰੀ ਪਾਸਪੋਰਟ ਅਧਿਕਾਰੀ ਅਤੇ ਉਸਦੇ ਦੋ ਸਹਾਇਕਾਂ ਨੂੰ ਗਿ੍ਰਫਤਾਰ ਵੀ ਕਰ ਲਿਆ ਸੀ। ਸੰਤ ਸੀਚੇਵਾਲ ਦਾ ਕਹਿਣਾ ਹੈ ਕਿ ਜਲੰਧਰ ਦੇ ਪਾਸਪੋਰਟ ਦਫਤਰ ਵਿਚ ਸਭ ਤੋਂ ਜ਼ਿਆਦਾ ਪਾਸਪੋਰਟ ਬਣਦੇ ਹਨ ਅਤੇ ਇੱਥੇ ਲੋਕਾਂ ਨੂੰ ਵੱਧ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਾਸਪੋਰਟ ਦਫਤਰ ਦੇ ਕਰਮਚਾਰੀਆਂ ਦਾ ਰਵੱਈਆ ਵੀ ਬਹੁਤ ਨਿਰਾਸ਼ਾਜਨਕ ਹੈ। ਸੰਤ ਸੀਚੇਵਾਲ ਹੋਰਾਂ ਨੇ ਦੱਸਿਆ ਕਿ ਇਸ ਪਾਸਪੋਰਟ ਦਫਤਰ ਵਿਚ ਕੇਂਦਰ ਸਰਕਾਰ ਦੇ ਨਿਯਮਾਂ ਦੀ ਵੀ ਅਣਦੇਖੀ ਹੋ ਰਹੀ ਹੈ।   

2 ਕਰੋੜ ਰੁਪਏ ਤੱਕ ਲੱਗ ਗਈ ਸਰਬਸੰਮਤੀ ਨਾਲ ਸਰਪੰਚੀ ਲਈ ਬੋਲੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸਦੇ ਚੱਲਦਿਆਂ ਕਈ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਹੋ ਗਈ ਹੈ ਕਿਉਂਕਿ ਪੰਜਾਬ ਸਰਕਾਰ ਨੇ ਸਰਬਸੰਮਤੀ ਕਰਨ ਵਾਲੇ ਪਿੰਡਾਂ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣੀ ਹੈ। ਮੀਡੀਆ ਰਿਪੋਰਟਾਂ ਮੁਤਾਬਕਾਂ ਸੰਗਰੂਰ ਦੇ ਇਕ ਪਿੰਡ ਵਿਚ ਸਰਬਸੰਮਤੀ ਨਾਲ ਸਰਪੰਚੀ ਲੈਣ ਲਈ 35 ਲੱਖ ਰੁਪਏ ਦੀ ਬੋਲੀ ਲੱਗਣ ਦੀ ਖਬਰ ਆਈ ਹੈ। ਇਸੇ ਦੌਰਾਨ ਹੁਣ ਜ਼ਿਲ੍ਹਾ ਗੁਰਦਾਸਪੁਰ ਦੇ ਇਕ ਪਿੰਡ ਵਿਚ ਸਰਪੰਚੀ ਲੈਣ ਲਈ ਬੋਲੀ 2 ਕਰੋੜ ਰੁਪਏ ਲੱਗ ਗਈ ਹੈ ਅਤੇ ਇਹ ਬੋਲੀ ਹੋਰ ਵੀ ਵਧਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਸਰਪੰਚੀ ਦੇ ਅਹੁਦੇ ਲਈ ਬੋਲੀ ਦੇਣ ਵਾਲੇ ਵਿਅਕਤੀਆਂ ਦਾ ਕਹਿਣਾ ਹੈ ਕਿ ਇਹ ਸਾਰਾ ਪੈਸਾ ਪਿੰਡ ਦੇ ਵਿਕਾਸ ’ਤੇ ਲਗਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਦਾ ਕੰਮ ਵੀ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.