Friday, 17 April 2026

ਰਾਸ਼ਟਰਪਤੀ ਮੁਰਮੂ ਨੇ ਜਸਟਿਸ ਸੂਰਿਆ ਕਾਂਤ ਨੂੰ ਅਹੁਦੇ ਦੀ ਚੁਕਾਈ ਸਹੁੰ

ਨਵੀਂ ਦਿੱਲੀ/ਬਿਊਰੋ ਨਿਊਜ਼ 

ਮਾਨਯੋਗ ਜਸਟਿਸ ਸੂਰਿਆ ਕਾਂਤ ਭਾਰਤ ਦੇ 53ਵੇਂ ਚੀਫ ਜਸਟਿਸ ਬਣ ਗਏ ਹਨ। ਉਨ੍ਹਾਂ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਸੂਰਿਆ ਕਾਂਤ ਜੰਮੂ ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਰੁਤਬਾ ਮਨਸੂਖ ਕਰਨ ਸਣੇ ਕਈ ਮੀਲਪੱਥਰ ਫੈਸਲਿਆਂ ਦਾ ਹਿੱਸਾ ਰਹੇ ਹਨ। ਜਸਟਿਸ ਸੂਰਿਆ ਕਾਂਤ ਨੇ ਜਸਟਿਸ ਬੀ.ਆਰ. ਗਵਈ ਦੀ ਥਾਂ ਲਈ ਹੈ। ਜਸਟਿਸ ਕਾਂਤ ਨੇ ਭਗਵਾਨ ਦੇ ਨਾਮ ’ਤੇ ਹਿੰਦੀ ਵਿਚ ਸਹੁੰ ਚੁੱਕੀ ਅਤੇ ਉਹ ਇਸ ਅਹੁਦੇ ’ਤੇ ਕਰੀਬ 15 ਮਹੀਨਿਆਂ ਲਈ ਰਹਿਣਗੇ। ਜਸਟਿਸ ਸੂਰਿਆ ਕਾਂਤ 9 ਫਰਵਰੀ 2027 ਨੂੰ 65 ਸਾਲ ਦੀ ਉਮਰ ਦੇ ਹੋਣ ਮੌਕੇ ਅਹੁਦਾ ਛੱਡਣਗੇ। ਸਹੁੰ ਚੁੱਕ ਸਮਾਗਮ ਵਿਚ ਉਪ ਰਾਸ਼ਟਰਪਤੀ ਸੀ.ਪੀ. ਰਾਧਾਕਿ੍ਰਸ਼ਨਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਹੋਰ ਸੀਨੀਅਰ ਆਗੂ ਮੌਜੂਦ ਸਨ।

ਚੰਡੀਗੜ੍ਹ/ਬਿਊਰੋ ਨਿਊਜ਼    

ਚੇਨਈ ਵਿੱਚ ਹੋਈ 23ਵੀਂ ਏਸ਼ੀਅਨ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ, ਚੰਡੀਗੜ੍ਹ ਦੇ 94 ਸਾਲਾਂ ਦੇ ਦੌੜਾਕ ਕਿਰਪਾਲ ਸਿੰਘ ਨੇ 90 ਸਾਲ ਤੋਂ ਵੱਧ ਉਮਰ ਵਰਗ ਵਿੱਚ 5000 ਮੀਟਰ ਵਾਕ ਵਿੱਚ ਸੋਨ ਤਮਗਾ ਅਤੇ 100 ਮੀਟਰ ਦੌੜ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਲੰਘੀ 5 ਤੋਂ 9 ਨਵੰਬਰ ਤੱਕ ਹੋਏ ਇਸ ਮੁਕਾਬਲੇ ਵਿੱਚ ਕਿਰਪਾਲ ਸਿੰਘ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਹੁਣ ਤੱਕ ਉਹ ਕੌਮੀ ਪੱਧਰ ’ਤੇ 12 ਤਮਗੇ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵੀ 3 ਤਮਗੇ ਜਿੱਤ ਚੁੱਕੇ ਹਨ। ਜ਼ਿਕਰਯੋਗ ਹੈ ਕਿ ਕਿਰਪਾਲ ਸਿੰਘ ਨੇ 92 ਸਾਲ ਦੀ ਉਮਰ ਵਿੱਚ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਸ਼ੁਰੂ ਕੀਤਾ ਸੀ। ਉਸਨੇ ਪਿਛਲੇ ਸਾਲ ਕੁਆਲਾਲੰਪੁਰ ਵਿੱਚ ਹੋਈ ਚੈਂਪੀਅਨਸ਼ਿਪ ਵਿੱਚ ਵੀ ਸੋਨ ਤਮਗਾ ਜਿੱਤਿਆ ਸੀ। 

ਸਾਰੇ ਸਕੂਲਾਂ ਵਿਚ ਖੇਡ ਸਮਾਗਮਾਂ ’ਤੇ ਲਗਾਈ ਰੋਕ

ਨਵੀਂ ਦਿੱਲੀ/ਬਿਊਰੋ ਨਿਊਜ਼ 

ਦਿੱਲੀ-ਐਨਸੀਆਰ ਵਿਚ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ। ਲੰਘੇ ਕੱਲ੍ਹ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 506 ਰਿਹਾ, ਜੋ ਕਿ ਖਤਰਨਾਕ ਸ਼ੇ੍ਰਣੀ ਵਿਚ ਆਉਂਦਾ ਹੈ। ਦੁਨੀਆ ਭਰ ਵਿਚ ਹਵਾ ਪ੍ਰਦੂਸ਼ਣ ਨੂੰ ਮਾਪਣ ਵਾਲੀ ਅੰਤਰਰਾਸ਼ਟਰੀ ਸੰਸਥਾ ‘ਆਈ ਕਿਊ ਏਅਰ’ ਦੀ ਲਾਈਵ ਰੈਂਕਿੰਗ ਵਿਚ ਦਿੱਲੀ ਦੁਨੀਆ ਦਾ ਸਭ ਤੋਂ ਜ਼ਿਆਦਾ ਪ੍ਰਦੂਸ਼ਿਤ ਸ਼ਹਿਰ ਦਰਜ ਕੀਤਾ ਗਿਆ। ਦਿੱਲੀ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਨੂੰ ਦੇਖਦਿਆਂ ਨਵੰਬਰ-ਦਸੰਬਰ ਵਿਚ ਸਾਰੇ ਸਕੂਲਾਂ ਵਿਚ ਖੇਡ ਸਮਾਗਮਾਂ ’ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਪਿਛਲੇ ਦਿਨੀਂ ਦਿੱਲੀ-ਐਨਸੀਆਰ ਵਿਚ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦਿੱਲੀ ਦੇ ਸਕੂਲਾਂ ਵਿਚ ਖੇਡ ਸਮਾਗਮ ਨਾ ਹੋਣ। ਉਧਰ ਦੂਜੇ ਪਾਸੇ ਮੱਧ ਪ੍ਰਦੇਸ਼ ਵਿਚ ਲੰਘੇ 15 ਦਿਨਾਂ ਤੋਂ ਕੜਾਕੇ ਦੀ ਠੰਡ ਪੈ ਰਹੀ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਵੀ ਰਾਤ ਸਮੇਂ ਠੰਡ ਜ਼ੋਰ ਫੜਦੀ ਜਾ ਰਹੀ ਹੈ।

 

ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹੋਣਗੇ ਸ਼ਾਮਲ

ਨਵੀਂ ਦਿੱਲੀ/ਬਿਊਰੋ ਨਿਊਜ਼  

ਜਨਤਾ ਦਲ (ਯੂ) ਦੇ ਆਗੂ ਨਿਤੀਸ਼ ਕੁਮਾਰ ਭਲਕੇ 11:30 ਵਜੇ ਬਿਹਾਰ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਜਨਤਾ ਦਲ (ਯੂੁ) ਦੇ ਕਾਰਜਕਾਰੀ ਪ੍ਰਧਾਨ ਸੰਜੇ ਝਾਅ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਸੀਐਮ ਹਾਊਸ ਵਿਚ ਜਨਤਾ ਦਲ (ਯੂ) ਦੇ ਵਿਧਾਇਕਾਂ ਦੀ ਮੀਟਿੰਗ ਦੌਰਾਨ ਨਿਤੀਸ਼ ਕੁਮਾਰ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਧਿਆਨ ਰਹੇ ਕਿ ਬਿਹਾਰ ਵਿਚ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਦੀ ਸਰਕਾਰ ਬਣਨੀ ਹੈ ਅਤੇ ਇਸ ਵਿਚ ਨਿਤੀਸ਼ ਕੁਮਾਰ ਨੂੰ ਮੁੱਖ ਮੰਤਰੀ ਬਣਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਪਾਰਟੀ ਦੇ 13 ਵਿਧਾਇਕਾਂ ਨੂੰ ਮੰਤਰੀ ਵੀ ਬਣਾਇਆ ਜਾ ਸਕਦਾ ਹੈ। ਇਹ ਵੀ ਦੱਸਣਯੋਗ ਹੈ ਕਿ ਬਿਹਾਰ ਦੀਆਂ ਕੁੱਲ 243 ਵਿਧਾਨ ਸਭਾ ਸੀਟਾਂ ਹਨ ਅਤੇ ਐਨ.ਡੀ.ਏ. ਨੇ 202 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਇਸ ਵਿਚ ਭਾਜਪਾ ਨੂੰ 89 ਅਤੇ ਜਨਤਾ ਦਲ ਯੂ ਨੂੰ 85 ਸੀਟਾਂ ਮਿਲੀਆਂ ਹਨ।

 

ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚੇ

ਨਵੀਂ ਦਿੱਲੀ/ਬਿਊਰੋ ਨਿਊਜ਼ 

ਜਨਤਾ ਦਲ (ਯੂ) ਦੇ ਆਗੂ ਨਿਤੀਸ਼ ਕੁਮਾਰ ਨੇ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਸਦੇ ਨਾਲ ਹੀ 26 ਮੰਤਰੀਆਂ ਨੂੰ ਵੀ ਅਹੁਦੇ ਦੀ ਸਹੰੁ ਚੁਕਾਈ ਗਈ। ਰਾਜਪਾਲ ਆਰਿਫ ਮੁਹੰਮਦ ਖਾਨ ਨੇ ਨਿਤੀਸ਼ ਕੁਮਾਰ ਨੂੰ ਸੀਐਮ ਅਹੁਦੇ ਦੀ ਸਹੁੰ ਚੁਕਾਈ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਸਣੇ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਹਾਜ਼ਰ ਰਹੇ। ਡਿਪਟੀ ਮੁੱਖ ਮੰਤਰੀ ਦੇ ਤੌਰ ’ਤੇ ਸਮਰਾਟ ਚੌਧਰੀ ਅਤੇ ਵਿਜੇ ਕੁਮਾਰ ਨੇ ਸਹੁੰ ਚੁੱਕੀ ਹੈ। ਇਸੇ ਦੌਰਾਨ ਜਿਨ੍ਹਾਂ 26 ਮੰਤਰੀਆਂ ਨੂੰ ਸਹੁੰ ਚੁਕਾਈ ਗਈ, ਉਨ੍ਹਾਂ ਵਿਚ 14 ਭਾਜਪਾ ਦੇ ਅਤੇ 8 ਜਨਤਾ ਦਲ (ਯੂ) ਦੇ ਵਿਧਾਇਕ ਹਨ। ਸਹੁੰ ਚੁੱਕ ਸਮਾਗਮ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਮੰਚ ਤੋਂ ਗਮਛਾ ਹਿਲਾ ਕੇ ਲੋਕਾਂ ਦਾ ਧੰਨਵਾਦ ਕੀਤਾ। ਇਸ ਸਹੁੰ ਚੁੱਕ ਸਮਾਗਮ ਵਿਚ ਹਰਿਆਣਾ, ਅਸਾਮ, ਗੁਜਰਾਤ, ਮੇਘਾਲਿਆ, ਉਤਰ ਪ੍ਰਦੇਸ਼, ਨਾਗਾਲੈਂਡ, ਉੜੀਸਾ, ਦਿੱਲੀ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਵੀ ਸ਼ਾਮਲ ਸਨ।  

ਕਿਹਾ : ਚੋਣ ਕਮਿਸ਼ਨ ਤੁਰੰਤ ਸਾਬਿਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ ਹੇਠ ਨਹੀਂ

ਨਵੀਂ ਦਿੱਲੀ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਨੇ ਆਪਣੀ ‘ਵੋਟ ਚੋਰੀ’ ਦੀ ਦਲੀਲ ਨੂੰ ਫਿਰ ਅੱਗੇ ਵਧਾਉਂਦੇ ਹੋਏ ਕਿਹਾ ਕਿ ਵੋਟਰ ਸੂਚੀਆਂ ਦੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦਾ ਵਿਵਹਾਰ ਬਹੁਤ ਨਿਰਾਸ਼ਾਜਨਕ ਰਿਹਾ ਹੈ। ਕਾਂਗਰਸ ਪਾਰਟੀ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਚੋਣ ਸੰਸਥਾ ਤੁਰੰਤ ਇਹ ਸਾਬਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ ਹੇਠ ਕੰਮ ਨਹੀਂ ਕਰ ਰਹੀ। ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਭਾਜਪਾ ‘ਵੋਟ ਚੋਰੀ’ ਲਈ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਨੂੰ ਇਕ ਹਥਿਆਰ ਵਜੋਂ ਵਰਤਣ ਦੀ ਕੋਸ਼ਿਸ਼ ਕਰ ਰਹੀ ਹੈ। ਖੜਗੇ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਜਮਹੂਰੀ ਸੰਸਥਾਵਾਂ ਵਿਚ ਲੋਕਾਂ ਦਾ ਵਿਸ਼ਵਾਸ਼ ਪਹਿਲਾਂ ਹੀ ਘਟਿਆ ਹੋਇਆ ਹੈ ਤਾਂ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦਾ ਵਿਵਹਾਰ ਬਹੁਤ ਹੀ ਨਿਰਾਸ਼ਾਜਨਕ ਰਿਹਾ ਹੈ।

ਸੁਪਰੀਮ ਕੋਰਟ ਦਾ ਰਾਜਪਾਲ ਤੇ ਰਾਸ਼ਟਰਪਤੀ ਦੇ ਬਿਲਾਂ ਵਾਲੇ ਮਾਮਲੇ ’ਚ ਆਇਆ ਫੈਸਲਾ 

ਨਵੀਂ ਦਿੱਲੀ/ਬਿਊਰੋ ਨਿਊਜ਼ 

ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਰਾਜਪਾਲਾਂ ਕੋਲ ਸੂਬਾਈ ਅਸੈਂਬਲੀਆਂ ਵਲੋਂ ਪਾਸ ਕੀਤੇ ਬਿੱਲਾਂ ਨੂੰ ਰੋਕ ਕੇ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ। ਬੈਂਚ ਨੇ ਰਾਸ਼ਟਰਪਤੀ ਦੇ ਹਵਾਲੇ ਨਾਲ ਰਾਜਪਾਲਾਂ ਅਤੇ ਰਾਸ਼ਟਰਪਤੀ ਲਈ ਬਿੱਲਾਂ ’ਤੇ ਕਾਰਵਾਈ ਕਰਨ ਲਈ ਸਮਾਂ-ਸੀਮਾ ਨਿਰਧਾਰਤ ਕਰਨ ਸਬੰਧੀ ਪਿਛਲੇ ਦਿਨੀਂ ਕੇਸ ’ਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਸੰਵਿਧਾਨਕ ਬੈਂਚ ਨੇ ਹਾਲਾਂਕਿ ਇਹ ਗੱਲ ਵੀ ਸਪੱਸ਼ਟ ਕਰ ਦਿੱਤੀ ਹੈ ਕਿ ਰਾਜਪਾਲ ਅਤੇ ਰਾਸ਼ਟਰਪਤੀ ਵਲੋਂ ਧਾਰਾ 200 ਅਤੇ 201 ਤਹਿਤ ਬਿੱਲਾਂ ਨੂੰ ਸਹਿਮਤੀ ਦੇਣ ਲਈ ਸਮਾਂ ਹੱਦ ਨਿਰਧਾਰਿਤ ਨਹੀਂ ਕੀਤੀ ਜਾ ਸਕਦੀ। ਮਾਨਯੋਗ ਚੀਫ ਜਸਟਿਸ ਬੀ.ਆਰ. ਗਵੱਈ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸਾਨੂੰ ਨਹੀਂ ਲੱਗਦਾ ਕਿ ਰਾਜਪਾਲਾਂ ਕੋਲ ਸੂਬਾਈ ਅਸੈਂਬਲੀਆਂ ਵਲੋਂ ਪਾਸ ਕੀਤੇ ਬਿੱਲਾਂ ਨੂੰ ਰੋਕ ਕੇ ਰੱਖਣ ਦੀ ਕੋਈ ਅਸਧਾਰਨ ਪਾਵਰ ਹੈ। 

ਨਵੀਂ ਦਿੱਲੀ/ਬਿਊਰੋ ਨਿਊਜ਼ 

ਕੌਮੀ ਜਾਂਚ ਏਜੰਸੀ ਵਲੋਂ ਲਾਲ ਕਿਲ੍ਹੇ ਦੇ ਨੇੜੇ ਹੋਏ ਧਮਾਕਾ ਮਾਮਲੇ ਦੇ ਇੱਕ ਦੋਸ਼ੀ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੁਲਜ਼ਮ ਅਮੀਰ ਰਾਸ਼ਿਦ ਅਲੀ ਨੂੰ ਪਿ੍ਰੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਸਾਹਮਣੇ ਪੇਸ਼ ਕੀਤਾ ਅਤੇ ਅਦਾਲਤ ਨੇ ਮੁਲਜ਼ਮ ਨੂੰ 10 ਦਿਨਾਂ ਲਈ ਐੱਨ.ਆਈ.ਏ. ਦੀ ਹਿਰਾਸਤ ’ਚ ਭੇਜ ਦਿੱਤਾ ਹੈ। ਇਸ ਦੌਰਾਨ ਮੀਡੀਆ ਕਰਮਚਾਰੀਆਂ ਨੂੰ ਅਦਾਲਤ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜ਼ਿਕਰਯੋਗ ਹੈ ਕਿ ਲੰਘੀ 10 ਨਵੰਬਰ ਨੂੰ ਕੌਮੀ ਰਾਜਧਾਨੀ ਦਿੱਲੀ ਵਿੱਚ ਲਾਲ ਕਿਲ੍ਹੇ ਨੇੜੇ ਵਿਸਫੋਟਕਾਂ ਨਾਲ ਭਰੀ ਕਾਰ ਵਿਚ ਹੋਏ ਧਮਾਕੇ ਨਾਲ 13 ਵਿਅਕਤੀਆਂ ਦੀ ਜਾਨ ਚਲੇ ਗਈ ਸੀ ਅਤੇ ਕਈ ਜ਼ਖਮੀ ਹੋ ਗਏ ਸਨ। ਧਿਆਨ ਰਹੇ ਕਿ ਜਿਸ ਕਾਰ ਵਿਚ ਧਮਾਕਾ ਹੋਇਆ ਸੀ, ਉਸ ਕਾਰ ਨੂੰ  ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਦਾ ਡਾਕਟਰ ਉਮਰ ਨਬੀ ਚਲਾ ਰਿਹਾ ਸੀ ਅਤੇ ਇਸ ਧਮਾਕੇ ਵਿਚ ਉਮਰ ਨਬੀ ਵੀ ਮਾਰਿਆ ਗਿਆ ਸੀ। 

ਨਵੀਂ ਦਿੱਲੀ/ਬਿਊਰੋ ਨਿਊਜ਼  

ਦਿੱਲੀ-ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਨਵੰਬਰ-ਦਸੰਬਰ ਮਹੀਨੇ ਦੌਰਾਨ ਸਕੂਲਾਂ ’ਚ ਹੋਣ ਵਾਲੇ ਖੇਡ ਸਮਾਗਮ ’ਤੇ ਰੋਕ ਲੱਗਣੀ ਚਾਹੀਦੀ ਹੈ। ਅਦਾਲਤ ਨੇ ਇਹ ਨਿਰਦੇਸ਼ ਐਡਵੋਕੇਟ ਅਪਰਾਜਿਤਾ ਸਿੰਘ ਦੇ ਸਵਾਲ ’ਤੇ ਦਿੱਤਾ ਹੈ। ਅਪਰਾਜਿਤਾ ਸਿੰਘ ਨੇ ਕਿਹਾ ਹੈ ਕਿ ਦਿੱਲੀ ਵਿਚ ਮੌਜੂਦਾ ਸਮੇਂ ਦੌਰਾਨ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਗੈਸ ਚੈਂਬਰ ਵਿਚ ਪਾਉਣ ਵਾਂਗ ਹੈ। ਇਸੇ ਦੌਰਾਨ ਮਾਨਯੋਗ ਚੀਫ ਜਸਟਿਸ ਬੀ.ਆਰ. ਗਵੱਈ, ਜਸਟਿਸ ਕੇ. ਵਿਨੋਦ ਚੰਦਰਨ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਕਿਹਾ ਹੈ ਕਿ ਉਹ ਹਵਾ ਪ੍ਰਦੂਸ਼ਣ ਨੂੰ ਲੈ ਕੇ ਹਰ ਮਹੀਨੇ ਸੁਣਵਾਈ ਕਰਨਗੇ ਤਾਂ ਕਿ ਇਸਦਾ ਪੱਕਾ ਹੱਲ ਨਿਕਲ ਸਕੇ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੀਟਿੰਗ ’ਚ ਹੋਏ ਸ਼ਾਮਲ

ਚੰਡੀਗੜ੍ਹ/ਬਿਊੁਰੋ ਨਿਊਜ਼   

ਦਿੱਲੀ ਵਿਚ ਪਿਛਲੇ ਦਿਨੀਂ ਹੋਏ ਧਮਾਕੇ ਦੀ ਜਾਂਚ ਦੇ ਚੱਲਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੋਮਵਾਰ ਨੂੰ ਹਰਿਆਣਾ ਦੇ ਫਰੀਦਾਬਾਦ ਵਿਚ ਉਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਕੀਤੀ ਹੈ। ਇਸ ਹਾਈ ਲੈਵਲ ਮੀਟਿੰਗ ਦੀ ਸ਼ੁਰੂਆਤ ਦਿੱਲੀ ਵਿਚ ਹੋਏ ਧਮਾਕੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇ ਕੇ ਸ਼ੁਰੂ ਕੀਤੀ ਗਈ। ਉਤਰੀ ਖੇਤਰੀ ਪ੍ਰੀਸ਼ਦ ਵਿਚ ਚਾਰ ਮੈਂਬਰਾਂ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਚਾਰ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਦੇ ਉਪ ਰਾਜਪਾਲਾਂ ਤੇ ਪ੍ਰਸ਼ਾਸਕਾਂ ਨੇ ਹਿੱਸਾ ਲਿਆ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸ਼ਾਮਲ ਹੋਏ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੇ ਗਵਰਨਰ, ਦਿੱਲੀ, ਜੰਮੂ ਕਸ਼ਮੀਰ ਅਤੇ ਲੱਦਾਖ ਦੇ ਉਪ ਰਾਜਪਾਲ ਵੀ ਹਾਜ਼ਰ ਰਹੇ। ਇਸ ਮੀਟਿੰਗ ਦੌਰਾਨ ਅੰਦਰੂਨੀ ਸੁਰੱਖਿਆ ਅਤੇ ਮਹਿਲਾਵਾਂ ਤੇ ਬੱਚਿਆਂ ਨਾਲ ਜਬਰ ਜਨਾਹ ਦੇ ਮਾਮਲਿਆਂ ਨੂੰ ਲੈ ਕੇ ਚਰਚਾ ਹੋਈ ਹੈ।

ਚੋਣ ਕਮਿਸ਼ਨ ਦੀ ਛਵੀ ਖਰਾਬ ਕਰਨ ਦੇ ਰਾਹੁਲ ’ਤੇ ਲੱਗੇ ਇਲਜ਼ਾਮ

ਨਵੀਂ ਦਿੱਲੀ/ਬਿਊਰੋ ਨਿਊਜ਼

ਭਾਰਤ ਦੇ ਚੋਣ ਕਮਿਸ਼ਨ ’ਤੇ ਲੱਗ ਰਹੇ ਵੋਟ ਚੋਰੀ ਦੇ ਇਲਜ਼ਾਮਾਂ ’ਤੇ ਦੇਸ਼ ਭਰ ਦੇ 272 ਰਿਟਾਇਰਡ ਜੱਜਾਂ ਅਤੇ ਅਫਸਰਾਂ ਨੇ ਇਕ ਖੁੱਲ੍ਹਾ ਪੱਤਰ ਜਾਰੀ ਕੀਤਾ ਹੈ। ਇਸ ਪੱਤਰ ਰਾਹੀਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਆਲੋਚਨਾ ਕੀਤੀ ਗਈ ਹੈ। ਪੱਤਰ ਵਿਚ 16 ਸਾਬਕਾ ਜੱਜ, 123 ਰਿਟਾਇਰਡ ਅਫਸਰ ਅਤੇ 133 ਰਿਟਾਇਰਡ ਫੌਜੀ ਅਧਿਕਾਰੀਆਂ ਦੇ ਦਸਤਖਤ ਹਨ। ਇਨ੍ਹਾਂ ਰਿਟਾਇਰਡ ਜੱਜਾਂ ਅਤੇ ਅਫਸਰਾਂ ਨੇ ਖੁੱਲ੍ਹੇ ਪੱਤਰ ਰਾਹੀਂ ਇਲਜ਼ਾਮ ਲਗਾਇਆ ਹੈ ਕਿ ਕਾਂਗਰਸ ਪਾਰਟੀ ਲਗਾਤਾਰ ਚੋਣ ਕਮਿਸ਼ਨ ਵਰਗੀਆਂ ਸੰਵਿਧਾਨਕ ਸੰਸਥਾਵਾਂ ਦੀ ਸਾਖ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਭਾਰਤ ਦੀ ਚੁਣਾਵੀ ਪ੍ਰਣਾਲੀ ਦਾ ਸਭ ਤੋਂ ਅਹਿਮ ਸਤੰਭ ਹੈ ਅਤੇ ਉਸ ’ਤੇ ਵਾਰ-ਵਾਰ ਸਵਾਲ ਉਠਾਉਣ ਨਾਲ ਜਨਤਾ ਦਾ ਭਰੋਸਾ ਕਮਜ਼ੋਰ ਹੁੰਦਾ ਹੈ ਅਤੇ ਲੋਕਤੰਤਰ ਨੂੰ ਨੁਕਸਾਨ ਪਹੁੰਚਦਾ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਚੋਣ ਕਮਿਸ਼ਨ ’ਤੇ ਵੋਟ ਚੋਰੀ ਦੇ ਇਲਜ਼ਾਮਾਂ ਨੂੰ ਲੈ ਕੇ ਹੁਣ ਤੱਕ ਤਿੰਨ ਪ੍ਰੈਸ ਕਾਨਫਰੰਸਾਂ ਕਰ ਚੁੱਕੇ ਹਨ। ਰਾਹੁਲ ਨੇ ਚੋਣ ਕਮਿਸ਼ਨ ਨੂੰ ਨਰਿੰਦਰ ਮੋਦੀ ਸਰਕਾਰ ਦੀ ਬੀ ਟੀਮ ਵੀ ਕਿਹਾ ਸੀ। 

ਕਾਂਗਰਸ ਦੀ ਅਗਵਾਈ ਵਾਲਾ ‘ਇੰਡੀਆ’ ਗਠਜੋੜ ਬਹੁਤ ਪਿੱਛੇ

ਨਵੀਂ ਦਿੱਲੀ/ਬਿਊਰੋ ਨਿਊਜ਼  

ਬਿਹਾਰ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਵੀ ਆ ਗਏ ਹਨ। ਬਿਹਾਰ ਦੀਆਂ ਕੁੱਲ 243 ਵਿਧਾਨ ਸਭਾ ਸੀਟਾਂ ਵਿਚੋਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਐਨਡੀਏ ਨੇ ਡਬਲ ਸੈਂਚੁਰੀ ਤੋਂ ਵੀ ਜ਼ਿਆਦਾ ਸੀਟਾਂ ਜਿੱਤ ਲਈਆਂ ਹਨ। ਇਸਦੇ ਚੱਲਦਿਆਂ ਕਾਂਗਰਸ ਦੀ ਅਗਵਾਈ ਵਾਲਾ ‘ਇੰਡੀਆ’ ਗਠਜੋੜ ਬਹੁਤ ਪਿੱਛੇ ਰਹਿ ਗਿਆ ਹੈ। ਐਨਡੀਏ ਨੂੰ 2020 ਦੇ ਮੁਕਾਬਲੇ ਇਸ ਵਾਰ 65 ਤੋਂ ਜ਼ਿਆਦਾ ਸੀਟਾਂ ਦਾ ਫਾਇਦਾ ਹੋਇਆ ਅਤੇ ‘ਇੰਡੀਆ’ ਗਠਜੋੜ ਨੂੰ ਕਰੀਬ ਏਨੀਆਂ ਹੀ ਸੀਟਾਂ ਦਾ ਨੁਕਸਾਨ ਹੋਇਆ ਹੈ। ਐਨਡੀਏ ਗਠਜੋੜ ਵਿਚ ਸ਼ਾਮਲ ਜਨਤਾ ਦਲ (ਯੂ) ਦੇ ਨਿਤੀਸ਼ ਕੁਮਾਰ 10ਵੀਂ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਉਂਝ ਦੇਖਿਆ ਜਾਵੇ ਤਾਂ ਐਨਡੀਏ ਵਿਚ ਸ਼ਾਮਲ ਭਾਜਪਾ ਨੂੰ ਸਭ ਤੋਂ ਜ਼ਿਆਦਾ ਸੀਟਾਂ ਮਿਲੀਆਂ ਹਨ ਅਤੇ ਇੰਡੀਆ ਗਠਜੋੜ ਵਿਚ ਸ਼ਾਮਲ ਕਾਂਗਰਸ ਬਹੁਤ ਪਛੜ ਗਈ ਹੈ।    

 

 

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.