Saturday, 18 April 2026

ਦਿੱਲੀ ਦੇ ਸੀਐਮ ਦਫਤਰ ਵਿਚ ਹੋਈ ਹੈ ਇਹ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ 

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਨਵੀਂ ਦਿੱਲੀ ਵਿਖੇ ਸੀ.ਐਮ. ਦਫਤਰ ਵਿਚ ਹੋਈ ਇਸ ਮੁਲਾਕਾਤ ਦੀ ਜਾਣਕਾਰੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਮੈਨੂੰ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਡੇਰਾ ਬਿਆਸ ਸੇਵਾ, ਦਇਆ ਅਤੇ ਮਾਨਤਵਤਾ ਦੇ ਉਨ੍ਹਾਂ ਸਦੀਵੀ ਮੁੱਲਾਂ ਦਾ ਪ੍ਰਤੀਕ ਹੈ, ਜੋ ਜੀਵਨ ਨੂੰ ਸਹੀ ਦਿਸ਼ਾ ਅਤੇ ਸਮਾਜ ਨੂੰ ਏਕਤਾ ਦਾ ਸੰਦੇਸ਼ ਦਿੰਦੇ ਹਨ। ਸੀਐਮ ਰੇਖਾ ਗੁਪਤਾ ਨੇ ਕਿਹਾ ਕਿ ਇਸ ਮੁਲਾਕਾਤ ਨੇ ਮੇਰੇ ਸੰਕਲਪ ਨੂੰ ਵੀ ਹੋਰ ਮਜ਼ਬੂਤ ਕੀਤਾ ਕਿ ਲੋਕ ਸੇਵਾ ਅਤੇ ਅਧਿਆਤਮਕ ਸੇਵਾ ਇਕ ਦੂਜੇ ਦੇ ਪੂਰਕ ਹਨ। ਉਨ੍ਹਾਂ ਕਿਹਾ ਕਿ ਇਹੀ ਰਸਤਾ ਸਾਡੇ ਰਾਸ਼ਟਰ ਅਤੇ ਸਮਾਜ ਨੂੰ ਅਸਲ ਖੁਸ਼ਹਾਲੀ ਅਤੇ ਭਲਾਈ ਵੱਲ ਲੈ ਜਾਂਦਾ ਹੈ। 

ਮਹਿਲਾਵਾਂ ਨੂੰ 25 ਸਤੰਬਰ ਤੋਂ ਵਿੱਤੀ ਸਹਾਇਤਾ ਵਜੋਂ ਮਿਲਣਗੇ 2100 ਰੁਪਏ ਪ੍ਰਤੀ ਮਹੀਨਾ 

ਚੰਡੀਗੜ੍ਹ/ਬਿਊਰੋ ਨਿਊਜ਼  

ਹਰਿਆਣਾ ਵਿਚ ਦੀਨ ਦਿਆਲ ਉਪਾਧਿਆਏ ਲਾਡੋ ਲਕਸ਼ਮੀ ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਯੋਜਨਾ 25 ਸਤੰਬਰ ਤੋਂ ਲਾਗੂ ਹੋਵੇਗੀ। ਇਸਦਾ ਐਲਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਕੀਤਾ ਗਿਆ। ਕੈਬਨਿਟ ਮੀਟਿੰਗ ਤੋਂ ਬਾਅਦ ਇਕ ਪ੍ਰੈਸ ਕਾਨਫ਼ਰੰਸ ਵਿਚ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਕੈਬਨਿਟ ਨੇ ਮਹਿਲਾਵਾਂ ਦੀ ਸਮਾਜਿਕ ਸੁਰੱਖਿਆ ਅਤੇ ਸਨਮਾਨ ਲਈ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਯੋਜਨਾ 25 ਸਤੰਬਰ, 2025 ਤੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜਨਮ ਵਰ੍ਹੇਗੰਢ ’ਤੇ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਧਿਆਨ ਰਹੇ ਕਿ ਹਰਿਆਣਾ ਦੀਆਂ 23 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਇਹ ਵੀ ਦੱਸਿਆ ਗਿਆ ਕਿ ਪਹਿਲੇ ਪੜਾਅ ਵਿਚ ਉਨ੍ਹਾਂ ਪਰਿਵਾਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ ਦੀ ਪਰਿਵਾਰਕ ਸਾਲਾਨਾ ਆਮਦਨ ਇਕ ਲੱਖ ਰੁਪਏ ਤੋਂ ਘੱਟ ਹੈ।  

 

ਨਵੀਂ ਦਿੱਲੀ/ਬਿਊਰੋ ਨਿਊਜ਼ 

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਭਰੇ ਸਮੇਂ ਵਿਚ ਪੰਜਾਬ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ। ਕੇਜਰੀਵਾਲ ਨੇ ਕਿਹਾ ਕਿ ਜਦੋਂ ਵੀ ਕੋਈ ਮੁਸੀਬਤ ਆਈ ਹੈ ਤਾਂ ਪੰਜਾਬ ਨੇ ਹਮੇਸ਼ਾ ਮੋਹਰੀ ਹੋ ਕੇ ਉਸ ਮੁਸੀਬਤ ਨੂੰ ਆਪਣੇ ਪਿੰਡੇ ’ਤੇ ਹੰਢਾਇਆ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਹੁਣ ਇਸ ਮੁਸ਼ਕਲ ਸਮੇਂ ਵਿਚ ਪੰਜਾਬ ਦੇ ਲੋਕਾਂ ਦੀ ਹਰ ਪੱਖੋਂ ਮੱਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਆਪਣੀ ਇਕ-ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਘਰ-ਘਰ ਜਾ ਕੇ ਪੰਜਾਬ ਦੇ ਹੜ੍ਹਾਂ ਪੀੜਤਾਂ ਲਈ ਰਾਹਤ ਸਮੱਗਰੀ ਇਕੱਠੀ ਕਰਨਗੇ। 

ਕਿਹਾ : ਭਾਰਤ ਨੂੰ ਅਮਰੀਕਾ ਤੋਂ ਦਰਾਮਦ ’ਤੇ ਵੱਧ ਡਿਊਟੀ ਲਗਾਉਣੀ ਚਾਹੀਦੀ

ਨਵੀਂ ਦਿੱਲੀ/ਬਿਊਰੋ ਨਿਊਜ਼   

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਭਾਰਤ ਨੂੰ ਅਮਰੀਕਾ ਤੋਂ ਦਰਾਮਦ ’ਤੇ ਵੱਧ ਡਿਊਟੀ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਸ ਫੈਸਲੇ ਦਾ ਸਮਰਥਨ ਕਰੇਗਾ। ਨਵੀਂ ਦਿੱਲੀ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਆਰੋਪ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਮਰੀਕਾ ਤੋਂ ਦਰਾਮਦ ਕੀਤੀ ਜਾਣ ਵਾਲੀ ਕਪਾਹ ’ਤੇ 11 ਫੀਸਦੀ ਡਿਊਟੀ ਮੁਆਫ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਕਿਸਾਨਾਂ ਦੇ ਕਾਰੋਬਾਰ ’ਤੇ ਅਸਰ ਪੈ ਸਕਦਾ ਹੈ। ਕੇਜਰੀਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦਾ ਇਹ ਫੈਸਲਾ ਭਾਰਤ ਦੇ ਕਿਸਾਨਾਂ ਲਈ ਨੁਕਸਾਹਨਦੇਹ ਸਾਬਤ ਹੋ ਸਕਦਾ ਹੈ। ਉਨ੍ਹਾਂ ਸਰਕਾਰ ਤੋਂ ਅਮਰੀਕੀ ਦਰਾਮਦ ’ਤੇ ਵੱਧ ਡਿਊਟੀ ਲਗਾਉਣ ਦੀ ਮੰਗ ਕੀਤੀ ਹੈ।

ਪੀੜਤਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮੱਦਦ ਲਈ ਕਈ ਕਲਾਕਾਰ ਅਤੇ ਅਦਾਕਾਰ ਅੱਗੇ ਆਏ ਹਨ, ਜਿਨ੍ਹਾਂ ਨੇ ਪੀੜਤਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਦਿੱਤਾ ਹੈ। ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ, ਐਮੀ ਵਿਰਕ, ਅਦਾਕਾਰਾ ਸੋਨਮ ਬਾਜਵਾ, ਬਾਲੀਵੁੱਡ ਅਦਾਕਾਰ ਸੰਜੇ ਦੱਤ ਤੇ ਹਿਮਾਂਸ਼ੀ ਖੁਰਾਣਾ ਸਣੇ ਕਈ ਹੋਰਾਂ ਨੇ ਹੜ੍ਹ ਪੀੜਤਾਂ ਦੀ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ ਹੈ। ਇਸਦੇ ਚੱਲਦਿਆਂ ਦਿਲਜੀਤ ਦੋਸਾਂਝ ਨੇ ਗੁਰਦਾਸਪੁਰ ਅਤੇ ਅੰਮਿ੍ਰਤਸਰ ਦੇ 10 ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਨੂੰ ਗੋਦ ਲਿਆ ਹੈ। ਇਸ ਅਦਾਕਾਰ ਦੀ ਟੀਮ ਗੈਰ-ਸਰਕਾਰੀ ਸੰਗਠਨਾਂ ਅਤੇ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰ ਰਹੀ ਹੈ। ਇਸੇ ਤਰ੍ਹਾਂ ਗਾਇਕ ਤੇ ਅਦਾਕਾਰ ਐਮੀ ਵਿਰਕ ਨੇ ਹੜ੍ਹ ਤੋਂ ਪ੍ਰਭਾਵਿਤ 200 ਘਰਾਂ ਨੂੰ ਗੋਦ ਲੈਣ ਦਾ ਐਲਾਨ ਕੀਤਾ ਹੈ। ਸੋਨਮ ਬਾਜਵਾ ਨੇ ਕਿਹਾ ਕਿ ਉਹ ਹੜ੍ਹ ਪੀੜਤਾਂ ਦੀ ਮੱਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਅਦਾਕਾਰ ਸੰਜੇ ਦੱਤ ਨੇ ਵੀ ਕਿਹਾ ਹੈ ਕਿ ਉਹ ਪੀੜਤਾਂ ਦੀ ਹਰ ਸੰਭਵ ਮੱਦਦ ਕਰਨਗੇ। ਇਸੇ ਤਰ੍ਹਾਂ ਅਦਾਕਾਰ ਹਿਮਾਂਸ਼ੀ ਖੁਰਾਣਾ ਵੀ ਰਾਹਤ ਕਾਰਜਾਂ ਵਿਚ ਸ਼ਾਮਲ ਹੋਈ ਹੈ ਅਤੇ ਉਨ੍ਹਾਂ ਨੇ ਵੀ 10 ਪਰਿਵਾਰਾਂ ਨੂੰ ਮੁੜ ਵਸੇਬੇ ਵਿਚ ਮੱਦਦ ਕਰਨ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਕਲਾਕਾਰ ਤੇ ਅਦਾਕਾਰਾਂ ਨੇ ਪੰਜਾਬ ਵਿਚ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦੀ ਗੱਲ ਕਹੀ ਹੈ।

ਕਾਮੇਡੀਅਨ ਜਸਵਿੰਦਰ ਭੱਲਾ ਦਾ ਲੰਘੇ ਦਿਨੀਂ ਹੋ ਗਿਆ ਸੀ ਦਿਹਾਂਤ

ਚੰਡੀਗੜ੍ਹ/ਬਿਊਰੋ ਨਿਊਜ਼ 

ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਲੰਘੇ ਦਿਨੀਂ ਦਿਹਾਂਤ ਹੋ ਗਿਆ ਸੀ। ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਬਹੁਤ ਸਾਰੇ ਗਾਇਕਾਂ ਅਤੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਾਮੇਡੀਅਨ ਭੱਲਾ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿਚ ਪੀਐਮ ਮੋਦੀ ਨੇ ਜਸਵਿੰਦਰ ਭੱਲਾ ਦੀ ਪਤਨੀ ਪਰਮਦੀਪ ਕੌਰ ਭੱਲਾ ਨੂੰ ਇਕ ਪੱਤਰ ਵੀ ਲਿਖਿਆ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ , ਮੈਨੂੰ ਜਸਵਿੰਦਰ ਭੱਲਾ ਦੇ ਦਿਹਾਂਤ ਦੀ ਖਬਰ ਬਹੁਤ ਦੁੱਖ ਅਤੇ ਦਰਦ ਨਾਲ ਮਿਲੀ। ਮੋਦੀ ਨੇ ਕਿਹਾ ਕਿ ਭੱਲਾ ਦਾ ਦਿਹਾਂਤ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜਿਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਧਿਆਨ ਰਹੇ ਕਿ ਕਾਮੇਡੀਅਨ ਜਸਵਿੰਦਰ ਭੱਲਾ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ। 

 

ਟੈਲੀਫੋਨ ’ਤੇ ਹੋਈ ਗੱਲਬਾਤ ਦੌਰਾਨ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ

ਨਵੀਂ ਦਿੱਲੀ/ਬਿਊਰੋ ਨਿਊਜ਼ 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਅਤੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਟੈਲੀਫੋਨ ’ਤੇ ਹੋਈ ਗੱਲਬਾਤ ਦੌਰਾਨ ਰਾਜਪਾਲ ਅਤੇ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਮੌਜੂਦਾ ਸਥਿਤੀ ਅਤੇ ਪ੍ਰਭਾਵਿਤ ਲੋਕਾਂ ਦੇ ਬਚਾਅ ਅਤੇ ਰਾਹਤ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਅਮਿਤ ਸ਼ਾਹ ਨੇ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਹੜ੍ਹਾਂ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਇਸ ਸਮੇਂ ਭਿਆਨਕ ਹੜ੍ਹ ਆਫਤ ਦਾ ਸਾਹਮਣਾ ਕਰ ਰਿਹਾ ਹੈ। ਜਿਸ ਨਾਲ ਕਰੀਬ ਸੈਂਕੜੇ ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਕੋਲੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। 

ਭਾਜਪਾ ਅਤੇ ਚੋਣ ਕਮਿਸ਼ਨ ’ਤੇ ਲਗਾਏ ਵੋਟ ਚੋਰੀ ਦੇ ਆਰੋਪ

ਨਵੀਂ ਦਿੱਲੀ/ਬਿਊਰੋ ਨਿਊਜ਼

ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਰਾਸ਼ਟਰੀ ਜਨਤਾ ਦਲ ਦੇ ਤੇਜਸਵੀ ਯਾਦਵ ਨੇ ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਵਿਚ ਚੱਲ ਰਹੀ ‘ਵੋਟਰ ਅਧਿਕਾਰ ਯਾਤਰਾ’ ਦੌਰਾਨ ਮੋਟਰ ਸਾਈਕਲ ਯਾਤਰਾ ਕੀਤੀ। ਇਸ ਦੌਰਾਨ ਸੀਨੀਅਰ ਕਾਂਗਰਸੀ ਨੇਤਾ ਪਿ੍ਰਅੰਕਾ ਗਾਂਧੀ ਵਾਡਰਾ ਆਪਣੇ ਭਰਾ ਦੇ ਮੋਟਰ ਸਾਈਕਲ ’ਤੇ ਪਿੱਛੇ ਬੈਠੀ ਨਜ਼ਰ ਆਈ। ਇਸ ਮੌਕੇ ਰਾਹੁਲ ਨੇ ਕਿਹਾ ਕਿ ਸੰਵਿਧਾਨ ਦੀ ਰਾਖੀ ਲਈ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਰਾਖੀ ਕਰਨੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਨੇ ਭਾਜਪਾ ਅਤੇ ਚੋਣ ਕਮਿਸ਼ਨ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਲਈ ਲੋਕ ਭਾਜਪਾ ਨੇਤਾਵਾਂ ਨੂੰ ‘ਵੋਟ ਚੋਰ’ ਕਹਿ ਰਹੇ ਹਨ। ਰਾਹੁਲ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਨੇਤਾ ਚੋਣ ਕਮਿਸ਼ਨ ਰਾਹੀਂ ਵੋਟ ਚੋਰੀ ਵਿਚ ਲੱਗੇ ਹੋਏ ਹਨ। 

ਗ੍ਰਹਿ ਮੰਤਰੀ ਨੂੰ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਤੋਂ ਕਰਵਾਇਆ ਜਾਣੂ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਗੁਲਾਬ ਚੰਦ ਕਟਾਰੀਆ ਨੇ ਗੁਹਾਟੀ ਵਿਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਵਿਚ ਹੜ੍ਹਾਂ ਕਰਕੇ ਬਣੇ ਹਾਲਾਤ ਬਾਰੇ ਜਾਣੂ ਕਰਵਾਇਆ। ਇਸਦੇ ਨਾਲ ਹੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾ ਰਹੇ ਰਾਹਤ ਕਾਰਜਾਂ ਅਤੇ ਮੌਜੂਦਾ ਹਾਲਾਤ ਬਾਰੇ ਜਾਗਰੂਕ ਕੀਤਾ। ਇਸਦੇ ਨਾਲ ਹੀ ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਨਗਰ ਨਿਗਮ ਨੂੰ 125 ਕਰੋੜ ਰੁਪਏ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਵੀ ਜਾਣੂ ਕਰਵਾਇਆ ਹੈ।

ਕਈ ਵਿਅਕਤੀ ਅਜੇ ਵੀ ਲਾਪਤਾ

ਜੰਮੂ/ਬਿਊਰੋ ਨਿਊਜ਼ 

ਜੰਮੂ ਦੇ ਕੱਟੜਾ ਸਥਿਤ ਵੈਸ਼ਨੋ ਦੇਵੀ ਧਾਮ ਦੇ ਟਰੈਕ ’ਤੇ ਲੈਂਡ ਸਲਾਈਡ ਵਿਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੀ ਗਿਣਤੀ ਵਧ ਕੇ 33 ਹੋ ਗਈ ਹੈ। ਇਹ ਹਾਦਸਾ ਲੰਘੇ ਕੱਲ੍ਹ ਮੰਗਲਵਾਰ ਨੂੰ ਦੁਪਹਿਰ 3 ਵਜੇ ਪੁਰਾਣੇ ਟਰੈਕ ’ਤੇ ਮੰਦਿਰ ਦੇ ਨੇੜੇ ਵਾਪਰਿਆ ਸੀ। ਪ੍ਰਸ਼ਾਸਨ ਦਾ ਕਹਿਣਾ ਹੈ ਕਿ 23 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਹਨ ਤੇ ਕੁਝ ਲਾਪਤਾ ਵੀ ਦੱਸੇ ਜਾ ਰਹੇ ਹਨ। ਇਹ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਮਿ੍ਰਤਕਾਂ ਦੀ ਗਿਣਤੀ ਵਧ ਸਕਦੀ ਹੈ। ਇਸ ਖੇਤਰ ਵਿਚ ਭਾਰੀ ਮੀਂਹ ਦੇ ਕਾਰਨ ਵੈਸ਼ਨੋ ਦੇਵੀ ਦੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਇਸਦੇ ਚੱਲਦਿਆਂ ਜੰਮੂ ਕਸ਼ਮੀਰ ਦੇ ਨੀਵੇਂ ਹੜ੍ਹ ਪ੍ਰਭਾਵਿਤ ਇਲਾਕਿਆਂ, ਖਾਸ ਕਰਕੇ ਨਦੀਆਂ ਦੇ ਕਿਨਾਰਿਆਂ ਤੋਂ ਹਜ਼ਾਰਾਂ ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।  

 

 

 

  

ਉਤਰਾਖੰਡ ਦੇ 3 ਜ਼ਿਲ੍ਹਿਆਂ ਵਿਚ ਬੱਦਲ ਫਟਣ ਕਾਰਨ ਕਈ ਵਿਅਕਤੀ ਲਾਪਤਾ

ਨਵੀਂ ਦਿੱਲੀ/ਬਿਊਰੋ ਨਿਊਜ਼

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ ਵਿਚ ਭਾਰੀ ਮੀਂਹ ਦੌਰਾਨ ਮਣੀਮਹੇਸ਼ ਯਾਤਰਾ ’ਤੇ ਗਏ 11 ਸ਼ਰਧਾਲੂਆਂ ਦੀ ਲੈਂਡ ਸਲਾਈਡ ਕਾਰਨ ਮੌਤ ਹੋ ਗਈ ਹੈ। ਮਿ੍ਰਤਕਾਂ ਵਿਚ 3 ਪੰਜਾਬ, 1 ਉਤਰ ਪ੍ਰਦੇਸ਼ ਅਤੇ 5 ਵਿਅਕਤੀ ਚੰਬਾ ਦੇ ਰਹਿਣ ਵਾਲੇ ਦੱਸੇ ਗਏ ਹਨ। ਜਦੋਂ ਕਿ 2 ਵਿਅਕਤੀਆਂ ਦੀ ਅਜੇ ਤੱਕ ਪਹਿਚਾਣ ਨਹੀਂ ਹੋਈ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦੱਸਣ ਮੁਤਾਬਕ ਇਨ੍ਹਾਂ ਵਿਅਕਤੀਆਂ ਦੀ ਮੌਤ ਪਹਾੜ ਤੋਂ ਪੱਥਰ ਡਿੱਗਣ ਅਤੇ ਆਕਸੀਜਨ ਦੀ ਘਾਟ ਕਾਰਨ ਹੋਈ ਹੈ। ਜ਼ਿਕਰਯੋਗ ਹੈ ਕਿ ਭਰਮੌਰ ਵਿਚ ਵੀ ਕਰੀਬ 3 ਹਜ਼ਾਰ ਸ਼ਰਧਾਲੂ ਫਸੇ ਹੋਏ ਹਨ, ਜਿਨ੍ਹਾਂ ਦਾ ਰੈਸਕਿਊ ਅਪਰੇਸ਼ਨ ਜਾਰੀ ਹੈ। ਉਧਰ ਦੂਜੇ ਪਾਸੇ ਉਤਰਾਖੰਡ ਦੇ ਰੁਦਰ ਪ੍ਰਯਾਗ, ਚਮੋਲੀ ਅਤੇ ਟਿਹਰੀ ਗੜਵਾਲ ਜ਼ਿਲ੍ਹੇ ਵਿਚ ਬੱਦਲ ਫਟਣ ਕਾਰਨ ਕਈ ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। 

ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਤਸਵੀਰਾਂ

ਚੰਡੀਗੜ੍ਹ/ਬਿਊਰੋ ਨਿਊਜ਼

ਦਿੱਲੀ ਵਿਚ ਕਾਂਗਰਸ ਪਾਰਟੀ ਦੀ ਹਾਈਕਮਾਂਡ ਵਲੋਂ ਬੁਲਾਈ ਗਈ ਇਕ ਮੀਟਿੰਗ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਨੇਤਾਵਾਂ ਨੇ ਏਕੇ ਦਾ ਦਿਖਾਵਾ ਕੀਤਾ ਹੈ। ਇਸ ਦੌਰਾਨ ਏਕੇ ਦਾ ਦਿਖਾਵਾ ਕਰਨ ਵਾਲੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਮੀਟਿੰਗ ਤੋਂ ਬਾਅਦ ਜਿਸ ਤਰ੍ਹਾਂ ਮੋਹਰੀ ਆਗੂਆਂ ਨੇ ਤਸਵੀਰਾਂ ਸ਼ੇਅਰ ਕੀਤੀਆਂ, ਉਸ ਤੋਂ ਇਹ ਸਪੱਸ਼ਟ ਹੈ ਕਿ ਕਾਂਗਰਸ ਅੰਦਰੂਨੀ ਮਤਭੇਦਾਂ ਨੂੰ ਭੁਲਾ ਕੇ ਇਕਜੁਟ ਹੋਣ ਦਾ ਸੰਦੇਸ਼ ਦੇਣਾ ਚਾਹੁੰਦੀ ਹੈ। ਇਨ੍ਹਾਂ ਤਸਵੀਰਾਂ ਵਿਚ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ ਅਤੇ ਵਿਜੇਇੰਦਰ ਸਿੰਗਲਾ ਇਕੱਠੇ ਦਿਸ ਰਹੇ ਹਨ। ਕਾਂਗਰਸੀ ਆਗੂਆਂ ਦੀ ਇਹ ਕੋਸ਼ਿਸ਼ ਇਸ ਲਈ ਮਹੱਤਵਪੂਰਨ ਹੈ, ਕਿਉਂਕਿ ਕਈ ਵਾਰ ਇਨ੍ਹਾਂ ਕਾਂਗਰਸੀ ਆਗੂਆਂ ਦੇ ਆਪਸੀ ਤਕਰਾਰ ਵਾਲੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.