Saturday, 18 April 2026

ਵਾਡਰਾ ਖਿਲਾਫ ਮਨੀ ਲਾਂਡਰਿੰਗ ਮਾਮਲੇ ’ਚ ਹੋ ਰਹੀ ਹੈ ਜਾਂਚ

ਨਵੀਂ ਦਿੱਲੀ/ਬਿਊਰੋ ਨਿਊਜ਼   

ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ ਜ਼ਮੀਨ ਦੀ ਖਰੀਦ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਜਾਂਚ ਨੂੰ ਲੈ ਕੇ ਅੱਜ ਵੀਰਵਾਰ ਨੂੰ ਲਗਾਤਾਰ ਤੀਜੇ ਦਿਨ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਏ। ਵਾਡਰਾ ਕੋਲੋਂ ਪਿਛਲੇ ਦੋ ਦਿਨਾਂ ਦੌਰਾਨ ਵੀ ਪੁੱਛ ਪੜਤਾਲ ਹੋ ਚੁੱਕੀ ਹੈ। ਵਾਡਰਾ ਸਵੇਰੇ 11 ਵਜੇ ਦੇ ਕਰੀਬ ਨਵੀਂ ਦਿੱਲੀ ’ਚ ਈਡੀ ਦਫਤਰ ਪੁੱਜੇ ਤੇ ਇਸ ਮੌਕੇ ਉਨ੍ਹਾਂ ਦੀ ਪਤਨੀ ਪਿ੍ਰਯੰਕਾ ਵਾਡਰਾ ਵੀ ਉਨ੍ਹਾਂ ਨਾਲ ਸਨ। ਵਾਡਰਾ ਈਡੀ ਦੀ ਕਾਰਵਾਈ ਨੂੰ ਆਪਣੇ ਤੇ ਆਪਣੇ ਪਰਿਵਾਰ ਖਿਲਾਫ ‘ਸਿਆਸੀ ਬਦਲਾਖੋਰੀ’ ਕਰਾਰ ਦੇ ਚੁੱਕੇ ਹਨ। ਇਸ ਦੌਰਾਨ, ਵਾਡਰਾ ਨੇ ਈਡੀ ਵੱਲੋਂ ਜਾਰੀ ਸੰਮਨਾਂ ਨੂੰ ਭਾਜਪਾ ਵੱਲੋਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੱਸਿਆ ਹੈ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ

ਮੁੰਬਈ/ਬਿਊਰੋ ਨਿਊਜ਼

ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਅੱਜ ਸ਼ੁੱਕਰਵਾਰ ਨੂੰ ਵੱਡੇ ਤੜਕੇ ਮੁੰਬਈ ਦੇ ਨਿੱਜੀ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 87 ਸਾਲ ਸੀ। ਮਨੋਜ ਕੁਮਾਰ ਦੇਸ਼ ਭਗਤੀ ਵਾਲੀਆਂ ਫਿਲਮਾਂ ਕਰਕੇ ‘ਭਾਰਤ ਕੁਮਾਰ’ ਦੇ ਨਾਂ ਨਾਲ ਵੀ ਮਕਬੂਲ ਸੀ। ਅਦਾਕਾਰ ਨੇ 1960ਵਿਆਂ ਦੇ ਅਖੀਰ ਤੇ 1970 ਦੇ ਦਹਾਕੇ ਦੌਰਾਨ ਕਈ ਸ਼ਾਨਦਾਰ ਫਿਲਮਾਂ ਨਾਲ ਬਾਕਸ ਆਫਿਸ ’ਤੇ ਰਾਜ ਕੀਤਾ। ਅਦਾਕਾਰ ਮਨੋਜ ਕੁਮਾਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ ਤੇ ਵਡੇਰੀ ਉਮਰ ਨਾਲ ਜੁੜੇ ਸਿਹਤ ਵਿਗਾੜਾਂ ਨਾਲ ਜੂਝ ਰਿਹਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਅਦਾਕਾਰ ਤੇ ਫਿਲਮਸਾਜ਼ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ‘ਭਾਰਤੀ ਸਿਨੇਮਾ ਦਾ ਪ੍ਰਤੀਕ’ ਦੱਸਿਆ ਹੈ। ਇਸ ਦੌਰਾਨ ਫਿਲਮ ਜਗਤ ਦੀਆਂ ਹਸਤੀਆਂ ਨੇ ਵੀ ਮਨੋਜ ਕੁਮਾਰ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

 

14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ

ਨਵੀਂ ਦਿੱਲੀ/ਬਿਊਰੋ ਨਿਊਜ਼ 

ਭਾਰਤ ਦੇ ਮਾਨਯੋਗ ਚੀਫ ਜਸਟਿਸ ਸੰਜੀਵ ਖੰਨਾ ਨੇ ਆਪਣੇ ਉਤਰਾਧਿਕਾਰੀ ਦੇ ਰੂਪ ਵਿਚ ਮਾਨਯੋਗ ਜਸਟਿਸ ਬੀ.ਆਰ. ਗਵੱਈ ਦੇ ਨਾਮ ਦੀ ਅਧਿਕਾਰਤ ਸਿਫਾਰਸ਼ ਕੀਤੀ ਹੈ। ਜਸਟਿਸ ਬੀ.ਆਰ. ਗਵੱਈ ਦੇ ਨਾਮ ਨੂੰ ਮਨਜੂਰੀ ਦੇ ਲਈ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਭੇਜ ਦਿੱਤਾ ਗਿਆ ਹੈ। ਇਸਦੇ ਨਾਲ ਹੀ ਜਸਟਿਸ ਬੀ.ਆਰ. ਗਵੱਈ ਦੇ ਭਾਰਤ ਦਾ 52ਵਾਂ ਚੀਫ ਜਸਟਿਸ ਬਣਨਾ ਤੈਅ ਹੋ ਗਿਆ ਹੈ ਅਤੇ ਉਨ੍ਹਾਂ ਦਾ ਚੀਫ ਜਸਟਿਸ ਵਜੋਂ ਕਾਰਜਕਾਲ ਸਿਰਫ 7 ਮਹੀਨੇ ਹੀ ਹੋਵੇਗਾ। ਦੱਸਣਯੋਗ ਹੈ ਕਿ ਮੌਜੂਦਾ ਚੀਫ ਜਸਟਿਸ ਸੰਜੀਵ ਖੰਨਾ ਦਾ ਕਾਰਜਕਾਲ 13 ਮਈ ਨੂੰ ਸਮਾਪਤ ਹੋ ਰਿਹਾ ਹੈ।  

 

 

ਪੀਐਮ ਮੋਦੀ ਨੇ ਕਿਹਾ : ਇਹ ਕਾਨੂੰਨ ਗਰੀਬ ਮੁਸਲਮਾਨਾਂ ਦੇ ਅਧਿਕਾਰਾਂ ਦੀ ਕਰੇਗਾ ਰੱਖਿਆ 

ਨਵੀਂ ਦਿੱਲੀ/ਬਿਊਰੋ ਨਿਊਜ਼

ਵਕਫ ਸੋਧ ਬਿੱਲ ਲੰਬੀ ਚਰਚਾ ਤੋਂ ਬਾਅਦ ਰਾਜ ਸਭਾ ਵਿਚ ਵੀ ਪਾਸ ਹੋ ਗਿਆ। ਇਸ ਬਿੱਲ ਦੇ ਹੱਕ ਵਿਚ 128 ਅਤੇ ਵਿਰੋਧ ਵਿਚ 95 ਵੋਟਾਂ ਪਈਆਂ। ਇਸ ਤੋਂ ਪਹਿਲਾਂ ਇਹ ਬਿੱਲ ਲੋਕ ਸਭਾ ਵਿਚ ਵੀ 12 ਘੰਟੇ ਦੀ ਚਰਚਾ ਤੋਂ ਬਾਅਦ ਪਾਸ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਕਫ ਸੋਧ ਬਿੱਲ ਦੇ ਪਾਸ ਹੋਣ ਨੂੰ ਇਕ ਵੱਡਾ ਸੁਧਾਰ ਦੱਸਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਕਾਨੂੰਨ ਪਾਰਦਰਸ਼ਤਾ ਵਧਾਏਗਾ ਅਤੇ ਗਰੀਬ ਮੁਸਲਮਾਨਾਂ ਦੇ ਅਧਿਕਾਰਾਂ ਦੀ ਰੱਖਿਆ ਕਰੇਗਾ। ਪੀਐਮ ਨੇ ਕਿਹਾ ਕਿ ਵਕਫ ਜਾਇਦਾਦਾਂ ਪਿਛਲੇ ਸਮੇਂ ਤੋਂ ਬੇਨਿਯਮੀਆਂ ਦਾ ਸ਼ਿਕਾਰ ਰਹੀਆਂ ਹਨ, ਜਿਸ ਕਾਰਨ ਖਾਸ ਕਰਕੇ ਮੁਸਲਿਮ ਮਹਿਲਾਵਾਂ ਅਤੇ ਗਰੀਬਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਇਹ ਨਵਾਂ ਕਾਨੂੰਨ ਕਈ ਸਮੱਸਿਆਵਾਂ ਦਾ ਹੱਲ ਕਰੇਗਾ।

ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ

ਨਵੀਂ ਦਿੱਲੀ/ਬਿਊਰੋ ਨਿਊਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜੈਅੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀ ਪ੍ਰੇਰਨਾ ਕਰਕੇ ਹੀ ਹੈ ਕਿ ਦੇਸ਼ ਅੱਜ ਸਮਾਜਿਕ ਨਿਆਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯਤਨਸ਼ੀਲ ਹੈ। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਅੰਬੇਡਕਰ ਦੇ ਸਿਧਾਂਤ ਅਤੇ ਆਦਰਸ਼ ਇਕ ਸਵੈ-ਨਿਰਭਰ ਅਤੇ ਵਿਕਸਤ ਭਾਰਤ ਦੀ ਸਿਰਜਣਾ ਨੂੰ ਮਜ਼ਬੂਤ ਅਤੇ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਵਲੋਂ, ਮੈਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜੈਅੰਤੀ ’ਤੇ ਨਮਨ ਕਰਦਾ ਹਾਂ। ਇਸ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅੰਬੇਡਕਰ ਜੈਯੰਤੀ ਦੇ ਮੌਕੇ ’ਤੇ ਹਰਿਆਣਾ ਵਿਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕੀਤੀ ਹੈ। ਇਸੇ ਦੌਰਾਨ ਪੰਜਾਬ ਵਿਚ ਵੀ ਵੱਖ-ਵੱਖ  ਥਾਈਂ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਸਮਾਗਮ ਹੋਏ ਹਨ ਅਤੇ ਇਨ੍ਹਾਂ ਸਮਾਗਮਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀਆਂ ਤੇ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ ਹੈ।

 

ਅਖਿਲੇਸ਼ ਨੇ ਇਸ ਬਿੱਲ ਨੂੰ ਮੁਸਲਿਮ ਭਾਈਚਾਰੇ ਖਿਲਾਫ ਦੱਸੀ ਸਾਜਿਸ਼

ਨਵੀਂ ਦਿੱਲੀ/ਬਿਊਰੋ ਨਿਊਜ਼

ਭਾਰਤ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਅੱਜ ਵਕਫ ਸੋਧ ਬਿੱਲ 2024 ਲੋਕ ਸਭਾ ਵਿਚ ਪੇਸ਼ ਕੀਤਾ। ਇਸ ਬਿੱਲ ’ਤੇ ਅੱਜ ਲੰਬੀ ਚਰਚਾ ਵੀ ਹੋਈ ਹੈ। ਇਸ ਬਿੱਲ ਦੇ ਜ਼ਰੀਏ ਵਕਫ ਬੋਰਡ ਦੀਆਂ ਜਾਇਦਾਦਾਂ ਨੂੰ ਕਾਨੂੰਨੀ ਦਾਇਰੇ ਵਿਚ ਲਿਆਉਣ ਦੀ ਯੋਜਨਾ ਹੈ। ਬਿੱਲ ਨੂੰ ਕੇਂਦਰ ਦੀ  ਸਰਕਾਰ ਵਿਚ ਸ਼ਾਮਲ ਟੀ.ਡੀ.ਪੀ. ਅਤੇ ਜਨਤਾ ਦਲ (ਯੂ) ਨੇ ਸਮਰਥਨ ਵੀ ਦਿੱਤਾ ਹੈ। ਉਧਰ ਦੂਜੇ ਪਾਸੇ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨੇ ਇਸ ਬਿੱਲ ਦਾ ਵਿਰੋਧ ਕੀਤਾ ਅਤੇ ਇਸ ਨੂੰ ਮੁਸਲਿਮ ਭਾਈਚਾਰੇ ਕੋਲੋਂ ਉਨ੍ਹਾਂ ਦੇ ਘਰ ਅਤੇ ਦੁਕਾਨਾਂ ਖੋਹਣ ਦੀ ਸਾਜਿਸ਼ ਦੱਸਿਆ ਹੈ। ਇਸੇ ਦੌਰਾਨ ਕਿਰਨ ਰਿਜੀਜੂ ਨੇ ਕਿਹਾ ਕਿ ਇਸ ਬਿੱਲ ਦਾ ਧਰਮ ਨਾਲ ਕੋਈ ਲੈਣਾ ਦੇਣਾ ਨਹੀਂ ਹੈ, ਇਹ ਸਿਰਫ ਜਾਇਦਾਦਾਂ ਨਾਲ ਸਬੰਧਤ ਹੈ। ਵਿਰੋਧੀ ਧਿਰ ਦੇ ਰੌਲੇ ਰੱਪੇ ਦੌਰਾਨ ਰਿਜੀਜੂ ਨੇ ਕਿਹਾ ਕਿ ਸਰਕਾਰ ਕਿਸੇ ਵੀ ਧਾਰਮਿਕ ਸੰਸਥਾ ਵਿਚ ਦਖਲ ਨਹੀਂ ਦੇਵੇਗੀ। 

 

ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ

ਨਵੀਂ ਦਿੱਲੀ/ਬਿਊਰੋ ਨਿਊਜ਼

ਕੌਮੀ ਜਾਂਚ ਏਜੰਸੀ ਨੇ 26/11 ਮੁੰਬਈ ਦਹਿਸ਼ਤੀ ਹਮਲਿਆਂ ਦੇ ਸਾਜਿਸ਼ਘਾੜੇ ਤਹੱਵੁਰ ਹੁਸੈਨ ਰਾਣਾ ਨੂੰ 18 ਦਿਨਾਂ ਦੇ ਰਿਮਾਂਡ ਉਤੇ ਲੈ ਲਿਆ ਹੈ। ਐਨ.ਆਈ.ਏ. ਰਾਣਾ ਕੋਲੋਂ ਇਨ੍ਹਾਂ ਹਮਲਿਆਂ ਬਾਰੇ ਮੁਕੰਮਲ ਸਾਜਿਸ਼ ਦਾ ਪਤਾ ਲਾਉਣ ਲਈ ਪੁੱਛਗਿੱਛ ਕਰ ਰਹੀ ਹੈ। ਐਨ.ਆਈ.ਏ. ਨੇ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਮਗਰੋਂ ਲੰਘੀ ਦੇਰ ਰਾਤ ਪਟਿਆਲਾ ਹਾਊਸ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਿਚ ਪੇਸ਼ ਕੀਤਾ ਸੀ। ਇਸਦੇ ਚੱਲਦਿਆਂ ਐਨ.ਆਈ.ਏ. ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਜਾਰੀ ਬਿਆਨ ਵਿਚ ਕਿਹਾ ਕਿ ਤਹੱਵੁਰ ਰਾਣਾ ਅਗਲੇ 18 ਦਿਨ ਐਨ.ਆਈ.ਏ. ਦੀ ਹਿਰਾਸਤ ਵਿਚ ਰਹੇਗਾ ਤੇ ਇਸ ਦੌਰਾਨ ਏਜੰਸੀ 2008 ਦੇ ਮੁੰਬਈ ਹਮਲਿਆਂ ਸਬੰਧੀ ਉਸ ਕੋਲੋਂ ਸਵਾਲ ਪੁੱਛੇਗੀ। ਇਨ੍ਹਾਂ ਹਮਲਿਆਂ ਵਿਚ 166 ਵਿਅਕਤੀਆਂ ਦੀ ਜਾਨ ਚਲੇ ਗਈ ਸੀ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਹੋ ਗਏ ਸਨ। ਜ਼ਿਕਰਯੋਗ ਹੈ ਕਿ ਐਨ.ਆਈ.ਏ. ਨੇ ਕਈ ਸਾਲਾਂ ਦੀਆਂ ਨਿਰੰਤਰ ਕੋਸ਼ਿਸ਼ਾਂ ਤੋਂ ਬਾਅਦ ਤਹੱਵੁਰ ਰਾਣਾ ਦੀ ਅਮਰੀਕਾ ਤੋਂ ਹਵਾਲਗੀ ਹਾਸਲ ਕੀਤੀ ਹੈ।

 

ਹਰੇਕ ਘਰ ਦੇ ਮਾਲਕ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਨਿਰਦੇਸ਼ 

ਨਵੀਂ ਦਿੱਲੀ/ਬਿਊਰੋ ਨਿਊਜ਼

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਅਤੇ ਪ੍ਰਯਾਗਰਾਜ ਵਿਕਾਸ ਅਥਾਰਟੀ ਦੀ ਖਿਚਾਈ ਕੀਤੀ ਹੈ ਅਤੇ ਸ਼ਹਿਰ ਵਿਚ ਘਰਾਂ ਨੂੰ ਢਾਹੁਣ ਦੀ ਕਾਰਵਾਈ ਨੂੰ ਅਣਮਨੁੱਖੀ ਅਤੇ ਗੈਰ-ਕਾਨੂੰਨੀ ਦੱਸਿਆ ਹੈ। ਘਰ ਢਾਹੁਣ ਦੀ ਕਾਰਵਾਈ ਦਾ ਨੋਟਿਸ ਲੈਂਦੇ ਹੋਏ  ਮਾਨਯੋਗ ਜਸਟਿਸ ਅਭੈ ਐਸ ਓਕਾ ਅਤੇ ਉੱਜਲ ਭੁਈਆਂ ਦੇ ਬੈਂਚ ਨੇ ਕਿਹਾ ਕਿ ਦੇਸ਼ ਵਿਚ ਕਾਨੂੰਨ ਦਾ ਰਾਜ ਹੈ ਅਤੇ ਨਾਗਰਿਕਾਂ ਦੇ ਰਿਹਾਇਸ਼ੀ ਢਾਂਚੇ ਨੂੰ ਇਸ ਤਰ੍ਹਾਂ ਨਹੀਂ ਢਾਹਿਆ ਜਾ ਸਕਦਾ। ਬੈਂਚ ਨੇ ਕਿਹਾ ਕਿ ਇਹ ਸਾਡੀ ਜ਼ਮੀਰ ਨੂੰ ਝੰਜੋੜਦਾ ਹੈ। ਇਸ ਲਈ ਸਿਖਰਲੀ ਅਦਾਲਤ ਨੇ ਅਥਾਰਟੀ ਨੂੰ ਛੇ ਹਫਤਿਆਂ ਦੇ ਅੰਦਰ ਹਰੇਕ ਘਰ ਦੇ ਮਾਲਕ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ। ਸਿਖਰਲੀ ਅਦਾਲਤ ਨੇ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੂੰ ਪ੍ਰਯਾਗਰਾਜ ਵਿਚ ਢੁਕਵੀਂ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਘਰ ਢਾਹੁਣ ਦੀ ਕਾਰਵਾਈ ’ਤੇ ਫਟਕਾਰ ਲਗਾਈ ਸੀ।  

 

ਪਾਕਿਸਤਾਨ ਨੇ ਤਹੱਵੁਰ ਰਾਣਾ ਤੋਂ ਬਣਾਈ ਦੂਰੀ 

ਨਵੀਂ ਦਿੱਲੀ/ਬਿਊਰੋ ਨਿਊਜ਼ 

ਮੁੰਬਈ ਹਮਲਿਆਂ ਦੇ ਸਾਜਿਸ਼ ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਅਮਰੀਕਾ ਤੋਂ ਦਿੱਲੀ ਲਿਆਂਦਾ ਗਿਆ ਹੈ। ਤਹੱਵੁਰ ਰਾਣਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਦੀ ਉਚ ਸੁਰੱਖਿਆ ਵਾਲੀ ਕੋਠੜੀ ਵਿਚ ਰੱਖੇ ਜਾਣ ਦੀ ਸੰਭਾਵਨਾ ਹੈ। ਯਾਦ ਰਹੇ ਕਿ 26 ਨਵੰਬਰ 2008 ਨੂੰ ਪਾਕਿਸਤਾਨੀ ਦਹਿਸ਼ਤਗਰਦਾਂ ਨੇ ਮੁੰਬਈ ਵਿਚ ਰੇਲਵੇ ਸਟੇਸ਼ਨ, ਦੋ ਲਗਜ਼ਰੀ ਹੋਟਲਾਂ ਤੇ ਯਹੂਦੀ ਸੈਂਟਰ ਨੂੰ ਨਿਸ਼ਾਨਾ ਬਣਾਇਆ ਸੀ। ਇਨ੍ਹਾਂ ਹਮਲਿਆਂ ਦੌਰਾਨ 166 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਉਧਰ ਦੂਜੇ ਪਾਸੇ ਪਾਕਿਸਤਾਨ ਨੇ ਮੁੰਬਈ ਦਹਿਸ਼ਤੀ ਹਮਲਿਆਂ ਦੇ ਸਾਜਿਸ਼ ਘੜਿਆਂ ਵਿਚੋਂ ਇਕ ਤਹੱਵੁਰ ਰਾਣਾ ਤੋਂ ਦੂਰੀ ਬਣਾ ਲਈ ਹੈ।    

 

ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਮੁਬਾਰਕਾਂ 

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਸਣੇ ਦੇਸ਼ ਭਰ ਵਿੱਚ ਅੱਜ ਈਦ-ਉੱਲ-ਫਿਤਰ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਵੱਖ-ਵੱਖ ਮਸਜਿਦਾਂ ਅਤੇ ਈਦਗਾਹਾਂ ਵਿੱਚ ਪਹੁੰਚ ਕੇ ਨਮਾਜ਼ ਪੜ੍ਹਨ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲੇਰਕੋਟਲਾ ਵਿਖੇ ਈਦਗਾਹ ਵਿਚ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ। ਮਾਨ ਨੇ ਕਿਹਾ ਕਿ ਸਾਡੀਆਂ ਈਦਾਂ, ਦੀਵਾਲੀਆਂ, ਗੁਰਪੁਰਬ, ਸੰਗਰਾਂਦ, ਤਿਉਹਾਰ ਤੇ ਧਰਮ ਸਭ ਸਾਂਝੇ ਨੇ। ਸਾਡੀ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਸੀ, ਕਾਇਮ ਹੈ ਅਤੇ ਕਾਇਮ ਰਹੇਗੀ। ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਰਹੇ।

ਪੈਟਰੋਲ ਅਤੇ ਡੀਜ਼ਲ ਉਤੇ ਐਕਸਾਈਜ਼ ਡਿਊਟੀ ’ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ

ਨਵੀਂ ਦਿੱਲੀ/ਬਿਊਰੋ ਨਿਊਜ਼  

ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ ਯਾਨੀ ਸੋਮਵਾਰ 7 ਅਪ੍ਰੈਲ ਨੂੰ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਸਦੀ ਜਾਣਕਾਰੀ ਦਿੱਤੀ। ਦਿੱਲੀ ਵਿਚ ਘਰੇਲੂ ਗੈਸ ਦਾ ਇਕ ਸਿਲੰਡਰ 803 ਰੁਪਏ ’ਚ ਮਿਲਦਾ ਸੀ, ਜਿਹੜਾ ਹੁਣ 853 ਵਿਚ ਮਿਲੇਗਾ। ਇਸੇ ਦੌਰਾਨ ਭਾਰਤ ਸਰਕਾਰ ਵੱਲੋਂ ਜਾਰੀ ਇਕ ਅਧਿਕਾਰਤ ਹੁਕਮ ਦੇ ਅਨੁਸਾਰ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ ਪੈਟਰੋਲ ’ਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ 10 ਰੁਪਏ ਕਰ ਦਿੱਤੀ ਗਈ ਹੈ। ਹਾਲਾਂਕਿ ਆਦੇਸ਼ ਵਿਚ ਇਹ ਨਹੀਂ ਦੱਸਿਆ ਗਿਆ ਕਿ ਇਸਦਾ ਪਰਚੂਨ ਕੀਮਤਾਂ ’ਤੇ ਕੀ ਪ੍ਰਭਾਵ ਪਵੇਗਾ। ਉਦਯੋਗ ਸੂਤਰਾਂ ਨੇ ਕਿਹਾ ਹੈ ਕਿ ਪ੍ਰਚੂਨ ਕੀਮਤਾਂ ਵਿੱਚ ਬਦਲਾਅ ਦੀ ਸੰਭਾਵਨਾ ਨਹੀਂ ਹੈ। ਵਧੀ ਹੋਈ ਐਕਸਾਈਜ਼ ਡਿਊਟੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਦੇ ਵਿਰੁੱਧ ਐਡਜਸਟ ਕੀਤੇ ਜਾਣ ਦੀ ਸੰਭਾਵਨਾ ਹੈ, ਜੋ ਅੰਤਰਰਾਸ਼ਟਰੀ ਤੇਲ ਕੀਮਤਾਂ ਵਿਚ ਗਿਰਾਵਟ ਕਾਰਨ ਜ਼ਰੂਰੀ ਸੀ। 

 

ਕੇਜਰੀਵਾਲ ਖਿਲਾਫ ਸਰਕਾਰੀ ਪੈਸੇ ਦੀ ਗਲਤ ਵਰਤੋਂ ਦਾ ਆਰੋਪ

ਨਵੀਂ ਦਿੱਲੀ/ਬਿਊਰੋ ਨਿਊਜ਼

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਦਿੱਲੀ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਇਹ ਐਫ.ਆਈ.ਆਰ. ਸਰਕਾਰੀ ਪੈਸੇ ਦੀ ਦੁਰਵਰਤੋਂ ਦੇ ਮਾਮਲੇ ਵਿਚ ਦਰਜ ਕੀਤੀ ਗਈ ਹੈ। ਕੇਜਰੀਵਾਲ ਖਿਲਾਫ ਆਰੋਪ ਹੈ ਕਿ ਉਨ੍ਹਾਂ ਨੇ ਪ੍ਰਚਾਰ ਦੇ ਲਈ ਵੱਡੇ ਹੋਰਡਿੰਗ ਲਗਾਉਣ ਵਿਚ ਜਨਤਾ ਦੇ ਪੈਸੇ ਦਾ ਗਲਤ ਇਸਤੇਮਾਲ ਕੀਤਾ ਹੈ। ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੇ ਲਈ 18 ਅਪ੍ਰੈਲ ਦੀ ਤਰੀਕ ਨਿਸਚਿਤ ਕੀਤੀ ਹੈ।  ਦਿੱਲੀ ਪੁਲਿਸ ਨੇ ਰਾਊਜ਼ ਐਵੀਨਿਊ ਅਦਾਲਤ ਵਿਚ ਕੇਜਰੀਵਾਲ ਅਤੇ ਦੋ ਹੋਰ ਆਗੂਆਂ ਗੁਲਾਬ ਸਿੰਘ ਅਤੇ ਨਿਤਿਕਾ ਸ਼ਰਮਾ ’ਤੇ ਐਫ.ਆਈ.ਆਰ. ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਸਦੀ ਜਾਣਕਾਰੀ ਦਿੱਤੀ।  ਧਿਆਨ ਰਹੇ ਕਿ 11 ਮਾਰਚ ਨੂੰ ਰਾਊਜ਼ ਐਵੀਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਖਿਲਾਫ ਸਰਕਾਰੀ ਪੈਸਿਆਂ ਦੀ ਦੁਰਵਰਤੋਂ ਦੇ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.