Friday, 12 June 2026

ਹਵਾ ’ਚ ਉਡ ਰਹੇ ਕਈ ਪੰਛੀਆਂ ਦੀ ਵੀ ਗਈ ਜਾਨ

ਜੈਪੁਰ/ਬਿਊਰੋ ਨਿਊਜ਼  

ਜੈਪੁਰ ਦੇ ਇਕ ਪਬਲਿਕ ਸਕੂਲ ਦੇ ਸਾਹਮਣੇ ਐਲ.ਪੀ.ਜੀ. ਗੈਸ ਨਾਲ ਭਰੇ ਟੈਂਕਰ ਵਿਚ ਅਚਾਨਕ ਧਮਾਕਾ ਹੋ ਗਿਆ। ਇਸ ਦੌਰਾਨ ਲੱਗੀ ਅੱਗ ਵਿਚ 9 ਵਿਅਕਤੀ ਜ਼ਿੰਦਾ ਸੜ ਗਏ। ਅੱਜ ਸ਼ੁੱਕਰਵਾਰ ਸਵੇਰੇ 6 ਵਜੇ ਦੇ ਕਰੀਬ ਵਾਪਰੇ ਇਸ ਭਿਆਨਕ ਹਾਦਸੇ ਵਿਚ 40 ਗੱਡੀਆਂ ਨੂੰ ਵੀ ਅੱਗ ਲੱਗ ਗਈ। ਗੱਡੀਆਂ ਵਿਚ ਸਫਰ ਕਰ ਰਹੇ 30 ਤੋਂ ਜ਼ਿਆਦਾ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਐਲ.ਪੀ.ਜੀ. ਗੈਸ ਨਾਲ ਭਰੇ ਟੈਂਕਰ ਦੇ ਪਿੱਛੇ ਚੱਲ ਰਹੀ ਇਕ ਸਲੀਪਰ ਬੱਸ ਵੀ ਅੱਗ ਦੀ ਲਪੇਟ ਵਿਚ ਆ ਗਈ। ਇਸ ਦੌਰਾਨ ਹਵਾ ਵਿਚ ਉਡ ਰਹੇ ਕਈ ਪੰਛੀਆਂ ਦੀ ਵੀ ਜਾਨ ਚਲੇ ਗਈ। ਇਸਦੇ ਚੱਲਦਿਆਂ ਹਾਈਵੇਅ ਦੇ ਕਿਨਾਰੇ ਸਥਿਤ ਇਕ ਪਾਈਪ ਫੈਕਟਰੀ ਵੀ ਇਸ ਅੱਗ ਵਿਚ ਘਿਰ ਗਈ। ਸਾਰੇ ਜ਼ਖਮੀ ਵਿਅਕਤੀਆਂ ਨੂੰ ਜੈਪੁਰ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਧਮਾਕੇ ਦੀ ਸੂਚਨਾ ਮਿਲਦਿਆਂ ਹੀ ਐਂਬੂਲੈਂਸਾਂ ਅਤੇ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਸਨ। ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਵੀ ਹਸਪਤਾਲ ਪਹੁੰਚ ਗਏ ਅਤੇ ਉਨ੍ਹਾਂ ਨੇ ਡਾਕਟਰਾਂ ਤੋਂ ਜ਼ਖ਼ਮੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਹੈ। 

ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ

ਨਵੀਂ ਦਿੱਲੀ/ਬਿਊਰੋ ਨਿਊਜ਼

ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਹਰਿਆਣਾ ਨਾਲ ਸਬੰਧਤ ਪਹਿਲਵਾਨ ਪੂਨੀਆ ਨੇ 10 ਮਾਰਚ ਨੂੰ ਰਾਸ਼ਟਰੀ ਟੀਮ ਦੇ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਆਪਣਾ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਵਿਰੁੱਧ ਕਾਰਵਾਈ ਕੀਤੀ ਗਈ। ਟੋਕੀਓ ਉਲੰਪਿਕ ’ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪੂਨੀਆ ਨੂੰ ਇਸ ਤੋਂ ਪਹਿਲਾਂ 23 ਅਪ੍ਰੈਲ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਵਿਸ਼ਵ ਕੁਸ਼ਤੀ ਸੰਗਠਨ ਨੇ ਵੀ ਉਸਦੇ ਖਿਲਾਫ ਕਾਰਵਾਈ ਕੀਤੀ। ਪੂਨੀਆ ਨੇ ਇਸ ਮੁਅੱਤਲੀ ਵਿਰੁੱਧ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਇਸ ਨੂੰ 31 ਮਈ ਤੱਕ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਨਾਡਾ ਨੇ ਪੂਨੀਆ ਨੂੰ 23 ਜੂਨ ਨੂੰ ਨੋਟਿਸ ਜਾਰੀ ਕੀਤਾ ਸੀ। ਪੂਨੀਆ ਨੇ ਇਸ ਫੈਸਲੇ ਨੂੰ 11 ਜੁਲਾਈ ਨੂੰ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ 20 ਸਤੰਬਰ ਅਤੇ 4 ਅਕਤੂਬਰ ਨੂੰ ਸੁਣਵਾਈ ਹੋਈ। ਹੁਣ ਆਪਣੇ ਨਿਰਦੇਸ਼ ਵਿਚ ਨਾਡਾ ਡੋਪਿੰਗ ਪੈਨਲ ਨੇ ਪਹਿਲਵਾਨ ਬਜਰੰਗ ਪੂਨੀਆ ਦੀ ਚਾਰ ਸਾਲ ਦੀ ਮੁਅੱਤਲੀ ਜਾਰੀ ਰੱਖੀ ਹੈ। 

ਕਿਹਾ : ਕਿਸਾਨਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ

ਨਵੀਂ ਦਿੱਲੀ/ਬਿਊੁਰੋ ਨਿਊਜ਼ 

ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਸੁਣਵਾਈ ਦੇ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸਾਨਾਂ ਦੇ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਹ ਆਪਣੇ ਸੁਝਾਅ ਜਾਂ ਮੰਗਾਂ ਲੈ ਕੇ ਸਿੱਧੇ ਸਾਡੇ ਕੋਲ ਆ ਸਕਦੇ ਹਨ ਜਾਂ ਆਪਣਾ ਪ੍ਰਤੀਨਿਧੀ ਭੇਜ ਸਕਦੇ ਹਨ। ਸੁਪਰੀਮ ਕੋਰਟ ਨੇ ਖਨੌਰੀ ਬਾਰਡਰ ’ਤੇ 23 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਵੀ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਬਚਾਉਣ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਜੋ ਵੀ ਜ਼ਰੂਰੀ ਕਦਮ ਚੁੱਕਣ ਦੀ ਲੋੜ ਹੈ, ਸੂਬਾ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਇਸ ਮਾਮਲੇ ਦੀ ਸੁਣਵਾਈ ਭਲਕੇ ਵੀਰਵਾਰ ਨੂੰ ਫਿਰ ਹੋਵੇਗੀ। 

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼

ਅੱਜ ਮੰਗਲਵਾਰ ਨੂੰ ਸੰਵਿਧਾਨ ਦਿਵਸ ਦੇ ਮੌਕੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਨਵੀਂ ਦਿੱਲੀ ਵਿਖੇ ਇਹ ਸਾਂਝਾ ਸੈਸ਼ਨ ਸੰਸਦ ਦੇ ਸੈਂਟਰਲ ਹਾਲ ਵਿਚ ਹੋਇਆ। ਇਸ ਦੌਰਾਨ ਰਾਸ਼ਟਰਪਤੀ ਮੁਰਮੂ ਨੇ ਸੰਵਿਧਾਨ ਦਿਵਸ ਦੇ ਮੌਕੇ ’ਤੇ ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਇਕ ਵਿਸ਼ੇਸ਼ ਡਾਕ ਟਿਕਟ ਵੀ ਜਾਰੀ ਕੀਤੀ। ਸੰਵਿਧਾਨ ਦਿਵਸ ਦੇ ਮੌਕੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸੰਸਕਿ੍ਰਤ ਭਾਸ਼ਾ ’ਚ ਸੰਵਿਧਾਨ ਦੀ ਕਾਪੀ ਵੀ ਜਾਰੀ ਕੀਤੀ। ਇਸ ਮੌਕੇ ਆਪਣੇ ਸੰਬੋਧਨ ’ਚ ਰਾਸ਼ਟਰਪਤੀ ਨੇ ਕਿਹਾ ਕਿ ਮੈਂ ਸੰਵਿਧਾਨ ਦਿਵਸ ਦੇ ਸ਼ੁਭ ਮੌਕੇ ’ਤੇ ਤੁਹਾਡੇ ਸਾਰਿਆਂ ਵਿਚਕਾਰ ਆ ਕੇ ਬਹੁਤ ਖੁਸ਼ ਹਾਂ। ਅੱਜ ਅਸੀਂ ਸਾਰੇ ਇਕ ਇਤਿਹਾਸਕ ਮੌਕੇ ਦੇ ਭਾਗੀਦਾਰ ਬਣ ਰਹੇ ਹਾਂ। ਅੱਜ ਤੋਂ 75 ਸਾਲ ਪਹਿਲਾਂ ਦੇਸ਼ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਦਾ ਬਹੁਤ ਵੱਡਾ ਕਾਰਜ ਸੰਸਦ ਦੇ ਇਸੇ ਚੈਂਬਰ ਵਿਚ ਨੇਪਰੇ ਚਾੜ੍ਹਿਆ ਗਿਆ ਸੀ ਅਤੇ ਇਸੇ ਦਿਨ ਇਸ ਸੰਵਿਧਾਨ ਨੂੰ ਅਪਣਾ ਲਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਸੰਵਿਧਾਨ ਸਾਡੀਆਂ ਜਮਹੂਰੀ ਕਦਰਾਂ-ਕੀਮਤਾਂ ਦਾ ਆਧਾਰ ਹੈ।

 

ਬਿੱਲ ਦੇ ਹੱਕ ਵਿਚ 269 ਅਤੇ ਵਿਰੋਧ ’ਚ 198 ਵੋਟਾਂ ਪਈਆਂ

ਨਵੀਂ ਦਿੱਲੀ/ਬਿਊਰੋ ਨਿਊਜ਼ 

ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਮੰਗਲਵਾਰ ਨੂੰ 17ਵਾਂ ਦਿਨ ਸੀ। ਇਸੇ ਦੌਰਾਨ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਲੋਕ ਸਭਾ ਵਿਚ ‘ਇਕ ਦੇਸ਼, ਇਕ ਚੋਣ’ ਦੇ ਲਈ 129ਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਕੀਤਾ। ਬਿੱਲ ਪੇਸ਼ ਹੋਣ ਤੋਂ ਬਾਅਦ ਕਈ ਸੰਸਦ ਮੈਂਬਰਾਂ ਨੂੰ ਇਸ ’ਤੇ ਬੋਲਣ ਦਾ ਸਮਾਂ ਦਿੱਤਾ ਗਿਆ। ਕਈ ਸਿਆਸੀ ਪਾਰਟੀਆਂ ਦੀ ਨਰਾਜ਼ਗੀ ਤੋਂ ਬਾਅਦ ਬਿੱਲ ਨੂੰ ਦੁਬਾਰਾ ਪੇਸ਼ ਕਰਨ ਨੂੰ ਲੈ ਕੇ ਇਲੈਕਟ੍ਰਾਨਿਕ ਵੋਟਿੰਗ ਹੋਈ। ਇਸਦੇ ਪੱਖ ਵਿਚ 269 ਅਤੇ ਵਿਰੋਧ ਵਿਚ 198 ਵੋਟਾਂ ਪਈਆਂ। ਬਿੱਲ ਪੇਸ਼ ਹੋਣ ਤੋਂ ਪਹਿਲਾਂ ਕੇਂਦਰੀ ਕਾਨੂੰਨ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਚੋਣ ਕਮਿਸ਼ਨ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ 400 ਤੋਂ ਜ਼ਿਆਦਾ ਚੋਣਾਂ ਕਰਵਾ ਚੁੱਕਾ ਹੈ। ਹੁਣ ਅਸੀਂ ‘ਇਕ ਦੇਸ਼, ਇਕ ਚੋਣ’ ਦਾ ਫਾਰਮੂਲਾ ਲਿਆ ਰਹੇ ਹਾਂ। ਕਾਨੂੰਨ ਮੰਤਰੀ ਨੇ ਦੱਸਿਆ ਕਿ ‘ਇਕ ਦੇਸ਼ ਇਕ ਚੋਣ’ ਨਾਲ ਚੋਣਾਂ ਸਬੰਧੀ ਖਰਚੇ ਵਿਚ ਕਮੀ ਆਏਗੀ ਅਤੇ ਸਮੇਂ ਦੀ ਬੱਚਤ ਵੀ ਹੋਵੇਗੀ।  ਉਧਰ ਦੂਜੇ ਪਾਸੇ ਵਿਰੋਧੀ ਸਿਆਸੀ ਪਾਰਟੀਆਂ ਨੇ ਇਸ ਬਿੱਲ ਦੀ ਆਲੋਚਨਾ ਕੀਤੀ ਹੈ। ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ‘ਇਕ ਦੇਸ਼ ਇਕ ਚੋਣ’ ਸੰਵਿਧਾਨ ਦੇ ਮੂਲ ਢਾਂਚੇ ਦੇ ਖਿਲਾਫ ਹੈ। 

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ

ਨਵੀਂ ਦਿੱਲੀ/ਬਿਊਰੋ ਨਿਊਜ਼

ਭਾਰਤੀ ਕ੍ਰਿਕਟ ਟੀਮ ਨੇ ਆਸਟਰੇਲੀਆ ਨੂੰ ਬਾਰਡਰ-ਗਵਾਸਕਰ ਟਰਾਫੀ ਦੇ ਪਹਿਲੇ ਟੈਸਟ ਮੈਚ ਵਿਚ 295 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਆਸਟਰੇਲੀਆ ਵਿਚ ਖੇਡੀ ਜਾ ਰਹੀ 5 ਮੈਚਾਂ ਦੀ ਟੈਸਟ ਲੜੀ ਵਿਚ 1-0 ਦੀ ਲੀਡ ਹਾਸਲ ਕਰ ਲਈ ਹੈ। ਪਰਥ ਵਿਚ ਖੇਡੇ ਗਏ ਟੈਸਟ ਮੈਚ ਵਿਚ ਆਸਟਰੇਲੀਆ ਦੀ ਇਹ ਵੱਡੀ ਹਾਰ ਸੀ ਅਤੇ ਇਸਦੇ ਨਾਲ ਹੀ ਆਸਟਰੇਲੀਆ ਵਿਚ ਭਾਰਤ ਦੀ ਇਹ ਸਭ ਤੋਂ ਵੱਡੀ ਜਿੱਤ ਵੀ ਹੈ। ਭਾਰਤੀ ਖਿਡਾਰੀ ਜਸਪ੍ਰੀਤ ਬੁਮਰਾਹ ਨੂੰ ਇਸ ਮੈਚ ਵਿਚ ਮੈਨ ਦਾ ਆਫ ਮੈਚ ਵੀ ਐਲਾਨਿਆ ਗਿਆ ਹੈ। ਇਸ ਟੈਸਟ ਲੜੀ ਦਾ ਦੂਜਾ ਮੈਚ 6 ਦਸੰਬਰ ਨੂੰ ਆਸਟਰੇਲੀਆ ਦੇ ਐਡੀਲੇਡ ਵਿਚ ਖੇਡਿਆ ਜਾਵੇਗਾ।

ਦਿੱਲੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ ਤੋਂ ਉਮੀਦਵਾਰ ਐਲਾਨੇ

ਨਵੀਂ ਦਿੱਲੀ/ਬਿਊਰੋ ਨਿਊਜ਼ 

ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਦੀ ਚੌਥੀ ਅਤੇ ਆਖਰੀ ਲਿਸਟ ਵੀ ਆ ਗਈ ਹੈ। ਇਸ ਲਿਸਟ ਵਿਚ 38 ਉਮੀਦਵਾਰਾਂ ਦੇ ਨਾਮ ਹਨ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਤੋਂ ਚੋਣ ਲੜਨਗੇ ਅਤੇ ਮੁੱਖ ਮੰਤਰੀ ਆਤਿਸ਼ੀ ਨੂੰ ਕਾਲਕਾਜੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਸੌਰਭ ਭਾਰਦਵਾਜ ਗੇ੍ਰਟਰ ਕੈਲਾਸ਼ ਅਤੇ ਸਤੇਂਦਰ ਜੈਨ ਸ਼ਕੂਰ ਬਸਤੀ ਤੋਂ ਚੋਣ ਲੜਨਗੇ। ‘ਆਪ’ ਨੇ 21 ਨਵੰਬਰ ਤੋਂ 15 ਦਸੰਬਰ ਦੇ ਵਿਚਕਾਰ ਯਾਨੀ ਕਿ 25 ਦਿਨਾਂ ਵਿਚ 4 ਲਿਸਟਾਂ ’ਚ ਸਾਰੇ 70 ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਹਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਇਸ ਵਾਰ 26 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟ ਦਿੱਤੀ ਹੈ ਅਤੇ 4 ਵਿਧਾਇਕਾਂ ਦੇ ਹਲਕੇ ਬਦਲੇ ਗਏ ਹਨ। ਇਸੇ ਦੌਰਾਨ ਮਨੀਸ਼ ਸਿਸੋਦੀਆ ਦੀ ਸੀਟ ਪਟਪੜਗੰਜ ਤੋਂ ਜੰਗਪੁਰਾ, ਰਾਖੀ ਬਿਡਲਾਣ ਦੀ ਮੰਗੋਲਪੁਰੀ ਤੋਂ ਮਾਦੀਪੁਰ, ਪ੍ਰਵੀਨ ਕੁਮਾਰ ਦੀ ਜੰਗਪੁਰਾ ਤੋਂ ਜਨਕਪੁਰੀ ਅਤੇ ਦੁਰਗੇਸ਼ ਪਾਠਕ ਦੀ ਕਰਾਵਲ ਨਗਰ ਤੋਂ ਰਾਜੇਂਦਰ ਨਗਰ ਸੀਟ ਬਦਲੀ ਗਈ ਹੈ। ਜ਼ਿਕਰਯੋਗ ਹੈ ਕਿ 2020 ਵਿਚ ਰਾਘਵ ਚੱਢਾ ਰਾਜੇਂਦਰ ਨਗਰ ਤੋਂ ਵਿਧਾਇਕ ਬਣੇ ਸਨ ਅਤੇ 2022 ਵਿਚ ਉਨ੍ਹਾਂ ਦੇ ਰਾਜ ਸਭਾ ਵਿਚ ਜਾਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। 

ਰਾਜ ਸਭਾ ਤੇ ਲੋਕ ਸਭਾ ਦੀ ਕਾਰਵਾਈ ਬੁੱਧਵਾਰ ਤੱਕ ਮੁਲਤਵੀ

ਨਵੀਂ ਦਿੱਲੀ/ਬਿਊਰੋ ਨਿਊਜ਼

ਵਿਰੋਧੀ ਧਿਰ ਵੱਲੋਂ ਵੱਖ-ਵੱਖ ਮੁੱਦਿਆਂ ਖ਼ਾਸਕਰ ਅਡਾਨੀ  ਰਿਸ਼ਵਤਖੋਰੀ ਮਾਮਲੇ ਅਤੇ ਯੂਪੀ ਦੇ ਸੰਭਲ ਤੇ ਮਨੀਪੁਰ ਹਿੰਸਾ ਨੂੰ ਲੈ ਕੇ ਅੱਜ ਸੋਮਵਾਰ ਨੂੰ ਸੰਸਦ ਦੇ ਦੋਵੇਂ ਸਦਨਾਂ- ਲੋਕ ਸਭਾ ਤੇ ਰਾਜ ਸਭਾ ਵਿਚ ਵਿਰੋਧੀ ਧਿਰਾਂ ਨੇ ਜੰਮ ਕੇ ਹੰਗਾਮਾ ਕੀਤਾ। ਇਸਦੇ ਚੱਲਦਿਆਂ ਦੋਵੇਂ ਸਦਨਾਂ ਦੀ ਕਾਰਵਾਈ ਕੋਈ ਖ਼ਾਸ ਕੰਮ-ਕਾਜ ਕੀਤੇ ਬਿਨਾਂ ਬੁੱਧਵਾਰ 27 ਨਵੰਬਰ ਤੱਕ ਉਠਾ ਦਿੱਤੀ ਗਈ ਹੈ। ਧਿਆਨ ਰਹੇ ਕਿ ਰਾਜ ਸਭਾ ਦੀ ਕਾਰਵਾਈ ਉਸ ਸਮੇਂ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਜਦੋਂ ਕਾਂਗਰਸ ਦੀ ਅਗਵਾਈ ਵਿਚ ਵਿਰੋਧੀ ਪਾਰਟੀਆਂ ਨੇ ਗੌਤਮ ਅਡਾਨੀ ਰਿਸ਼ਵਤਖੋਰੀ ਦਾ ਮੁੱਦਾ ਉਠਾਉਣ ਦੀ ਕੋਸ਼ਿਸ਼ ਕੀਤੀ। ਇਸੇ ਤਰ੍ਹਾਂ ਲੋਕ ਸਭਾ ਵੀ ਜਦੋਂ ਦੁਪਹਿਰ ਵੇਲੇ ਜੁੜੀ ਤਾਂ  ਵਿਰੋਧੀ ਧਿਰ ਦੇ ਮੈਂਬਰ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਹੋਈ ਹਿੰਸਾ ਨੂੰ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਅਤੇ ਇੱਕ ਅਮਰੀਕੀ ਅਦਾਲਤ ਵਿੱਚ ਉੱਘੇ ਕਾਰੋਬਾਰੀ ਅਡਾਨੀ ਵਿਰੁੱਧ ਲਗਾਏ ਗਏ ਦੋਸ਼ਾਂ ਦੀ ਜਾਂਚ ਦੀ ਮੰਗ ਕਰਦੇ ਸੁਣੇ ਗਏ। ਜ਼ਿਕਰਯੋਗ ਹੈ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। 

ਦਿੱਲੀ ਚੋਣਾਂ ਲਈ ‘ਆਪ’ ਤੇ ਕਾਂਗਰਸ ਦਾ ਨਹੀਂ ਹੋਵੇਗਾ ਗਠਜੋੜ

ਨਵੀਂ ਦਿੱਲੀ/ਬਿਊਰੋ ਨਿਊਜ਼

ਦਿੱਲੀ ਵਿਚ ਆਉਂਦੇ ਫਰਵਰੀ ਮਹੀਨੇ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਆਪਣੇ ਦਮ ’ਤੇ ਲੜੇਗੀ ਅਤੇ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਆਪਣੇ ਐਕਸ ਅਕਾਊਂਟ ’ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਆਖਿਆ ਕਿ ਉਹ ਦਿੱਲੀ ਵਿਚ ਆਪਣੇ ਦਮ ’ਤੇ ਇਕੱਲਿਆਂ ਹੀ ਵਿਧਾਨ ਸਭਾ ਚੋਣਾਂ ਲੜਨਗੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਮਿਲ ਕੇ ਚੋਣਾਂ ਲੜ ਸਕਦੇ ਹਨ। ਗਠਜੋੜ ਨੂੰ ਲੈ ਕੇ ‘ਇੰਡੀਆ’ ਗਠਜੋੜ ਅਤੇ ‘ਆਪ’ ਆਗੂਆਂ ਵਿਚਾਲੇ ਮੀਟਿੰਗ ਵੀ ਹੋਈ ਸੀ, ਇਸ ਤੋਂ ਬਾਅਦ ਹੀ ਕੇਜਰੀਵਾਲ ਨੇ ਇਕੱਲਿਆਂ ਚੋਣ ਲੜਨ ਦਾ ਐਲਾਨ ਕੀਤਾ ਹੈ। 

ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ 

ਨਵੀਂ ਦਿੱਲੀ/ਬਿਊਰੋ ਨਿਊਜ਼

ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਹਨ। ਇਨ੍ਹਾਂ ਵਿਚ 6 ਉਮੀਦਵਾਰ ਅਜਿਹੇ ਹਨ, ਜਿਹੜੇ ਭਾਜਪਾ ਜਾਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਜਿਨ੍ਹਾਂ 11 ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ, ਉਨ੍ਹਾਂ ਵਿਚ ਬ੍ਰਹਮ ਸਿੰਘ ਤੰਵਰ, ਅਨਿਲ ਝਾਅ, ਦੀਪਕ ਸਿੰਗਲਾ, ਸਰਿਤਾ ਸਿੰਘ, ਬੀਬੀ ਤਿਆਗੀ, ਰਾਮ ਸਿੰਘ, ਜੁਬੈਰ ਚੌਧਰੀ, ਵੀਰ ਸਿੰਘ ਧੀਂਗਾਨ, ਗੌਰਵ ਸ਼ਰਮਾ, ਮਨੋਜ ਤਿਆਗੀ ਅਤੇ ਸੁਮੇਸ਼ ਸ਼ੌਕੀਨ ਸ਼ਾਮਲ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨੀਵਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਹੋਈ ਪਾਰਟੀ ਦੀ ਮੀਟਿੰਗ ਵਿਚ ਇਨ੍ਹਾਂ ਨਾਵਾਂ ’ਤੇ ਚਰਚਾ ਵੀ ਕੀਤੀ ਗਈ ਸੀ।  ਧਿਆਨ ਰਹੇ ਕਿ ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ 2025 ਨੂੰ ਸਮਾਪਤ ਹੋ ਰਿਹਾ ਹੈ। ਇਲੈਕਸ਼ਨ ਕਮਿਸ਼ਨ ਮੌਜੂਦਾ ਸਦਨ ਦੇ 5 ਸਾਲ ਦੇ ਕਾਰਜਕਾਲ ਦੇ ਖਤਮ ਹੋਣ ਦੀ ਮਿਤੀ ਤੋਂ ਪਹਿਲਾਂ ਚੋਣਾਂ ਸਬੰਧੀ ਪ੍ਰਕਿਰਿਆ ਪੂਰੀ ਕਰਵਾਉਂਦਾ ਹੈ। ਇਸ ਨੂੰ ਦੇਖਦਿਆਂ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਜਲਦੀ ਹੋ ਸਕਦਾ ਹੈ।  

 

ਬਰਫਬਾਰੀ ਕਾਰਨ ਕਈ ਸੜਕਾਂ ਆਵਾਜਾਈ ਲਈ ਬੰਦ

ਸ਼ਿਮਲਾ/ਬਿਊਰੋ ਨਿਊਜ਼

ਸ਼ਿਮਲਾ ਸਣੇ ਹਿਮਾਚਲ ਪ੍ਰਦੇਸ਼ ’ਚ ਕਈ ਥਾਈਂ ਬਰਫਬਾਰੀ ਹੋਈ ਹੈ, ਜਿਸ ਕਰਕੇ ਸੂਬੇ ਭਰ ਵਿਚ ਕਈ ਸੜਕਾਂ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਸ਼ਿਮਲਾ ਜ਼ਿਲ੍ਹੇ ਵਿੱਚ ਰੋਹੜੂ, ਜੁਬਲ ਅਤੇ ਕੋਟਖਾਈ ਦੀਆਂ ਸਬ-ਡਿਵੀਜ਼ਨਾਂ ਵਿੱਚ 58 ਸੜਕਾਂ ਬੰਦ ਕਰ ਦਿੱਤੀਆਂ ਗਈਆਂ। ਬਰਫਬਾਰੀ ਕਾਰਨ ਕਿਨੌਰ ਵਿੱਚ ਵੀ ਕਈ ਸੜਕਾਂ ਪ੍ਰਭਾਵਿਤ ਹੋਈਆਂ ਹਨ। ਧਿਆਨ ਰਹੇ ਕਿ ਰੋਹਤਾਂਗ ਨੇੜੇ ਨੈਸ਼ਨਲ ਹਾਈਵੇ ਨੂੰ ਬਰਫ ਹੋਣ ਕਾਰਨ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ 1990 ਦੇ ਦਹਾਕੇ ਤੋਂ ਬਾਅਦ ਪਹਿਲੀ ਵਾਰ ਸ਼ਿਮਲਾ ਵਿੱਚ ਦਸੰਬਰ ਦੇ ਸ਼ੁਰੂ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ ਦੇ ਅਨੁਸਾਰ ਲਾਹੌਲ ਸਪਿਤੀ, ਕੁੱਲੂ ਅਤੇ ਕਿਨੌਰ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।

ਗੌਤਮ ਅਡਾਨੀ ’ਤੇ ਲੱਗੇ ਹਨ ਭਿ੍ਰਸ਼ਟਾਚਾਰ ਦੇ ਆਰੋਪ

ਨਵੀਂ ਦਿੱਲੀ/ਬਿਊਰੋ ਨਿਊਜ਼

ਅਮਰੀਕਾ ਵਿਚ ਬਿਜਨਸਮੈਨ ਗੌਤਮ ਅਡਾਨੀ ’ਤੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪਾਂ ’ਤੇ ਰਾਹੁਲ ਗਾਂਧੀ ਨੇ ਨਵੀਂ ਦਿੱਲੀ ’ਚ ਪ੍ਰੈਸ ਕਾਨਫਰੰਸ ਕੀਤੀ ਹੈ। ਰਾਹੁਲ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਅਡਾਨੀ ਦੋ ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਸਕੈਮ ਕਰ ਰਹੇ ਹਨ ਅਤੇ ਬਾਹਰ ਘੁੰਮ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਡਾਨੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਚਾ ਰਹੇ ਹਨ। ਰਾਹੁਲ ਨੇ ਕਿਹਾ ਕਿ ਗੌਤਮ ਅਡਾਨੀ ਨੇ ਅਮਰੀਕਾ ਵਿਚ ਭਿ੍ਰਸ਼ਟਾਚਾਰ ਕੀਤਾ ਹੈ, ਪਰ ਭਾਰਤ ਵਿਚ ਉਸ ’ਤੇ ਕੁਝ ਨਹੀਂ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਨਿਊਯਾਰਕ ਦੀ ਫੈਡਰਲ ਅਦਾਲਤ ਵਿਚ ਹੋਈ ਸੁਣਵਾਈ ਦੌਰਾਨ ਗੌਤਮ ਅਡਾਨੀ ਸਣੇ 8 ਵਿਅਕਤੀਆਂ ’ਤੇ ਕਰੋੜਾਂ ਰੁਪਏ ਦੀ ਧੋਖਾਧੜੀ ਅਤੇ ਰਿਸ਼ਵਤ ਦੇ ਆਰੋਪ ਲੱਗੇ ਹਨ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.