ਨੌਕਰੀ ਬਦਲੇ ਜ਼ਮੀਨ ਮਾਮਲੇ ’ਚ ਅਗਲੀ ਸੁਣਵਾਈ 7 ਅਕਤੂਬਰ ਨੂੰ ਹੋਵੇਗੀ
ਨਵੀਂ ਦਿੱਲੀ ; ਭਾਰਤ ਦੀ ਕੇਂਦਰ ਸਰਕਾਰ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਖਿਲਾਫ ਨੌਕਰੀ ਬਦਲੇ ਜ਼ਮੀਨ ਮਾਮਲੇ ਵਿਚ ਮੁਕੱਦਮਾ ਚਲਾਉਣ ਲਈ ਸੀ.ਬੀ.ਆਈ. ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀ.ਬੀ.ਆਈ. ਨੇ ਇਹ ਜਾਣਕਾਰੀ ਰਾਉਸ ਐਵੇਨਿਊ ਕੋਰਟ ਨੂੰ ਦਿੱਤੀ ਹੈ। ਇਸ ਤੋਂ ਪਹਿਲਾਂ 18 ਸਤੰਬਰ ਨੂੰ ਰਾਉਸ ਐਵੇਨਿਊ ਕੋਰਟ ਨੇ ਲੈਂਡ ਮਨੀ ਲਾਂਡਰਿੰਗ ਮਾਮਲੇ ’ਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ, ਤੇਜਸਵੀ ਯਾਦਵ ਅਤੇ ਹੋਰ ਦੋਸ਼ੀਆਂ ਨੂੰ ਸੰਮਨ ਜਾਰੀ ਕੀਤਾ ਸੀ। ਇਸ ਮਾਮਲੇ ’ਚ ਪਹਿਲੀ ਵਾਰ ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਬੇਟੇ ਤੇਜ ਪ੍ਰਤਾਪ, ਅਖਿਲੇਸ਼ਵਰ ਸਿੰਘ ਅਤੇ ਕਿਰਨ ਦੇਵੀ ਨੂੰ ਵੀ ਸੰਮਨ ਭੇਜਿਆ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਤੇਜ ਪ੍ਰਤਾਪ ਯਾਦਵ ਦੀ ਸ਼ਮੂਲੀਅਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹੁਣ ਇਸ ਮਾਮਲੇ ’ਤੇ ਅਗਲੀ ਸੁਣਵਾਈ 7 ਅਕਤੂਬਰ ਨੂੰ ਹੋਵੇਗੀ।


