Thursday, 28 May 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਸਰਕਾਰ ਨੇ ਸੂਬੇ ਦੇ 8 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਉਣ ਤੋਂ ਬਾਅਦ ਅਤੇ ਪੈ ਰਹੇ ਲਗਾਤਾਰ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਪ੍ਰਬੰਧਕਾਂ ਦੀ ਹੋਵੇਗੀ। ਇਸ ਲਈ ਉਨ੍ਹਾਂ ਸਾਰਿਆਂ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਰਕੇ ਵਿਗੜਦੇ ਹਾਲਾਤ ਕਰਕੇ ਸੂਬਾ ਸਰਕਾਰ ਨੇ ਲੰਘੇ ਦਿਨ ਸਾਰੇ ਸਕੂਲਾਂ ਵਿੱਚ ਵੀ ਛੁੱਟੀਆਂ ਤਿੰਨ ਸਤੰਬਰ ਤੱਕ ਵਧਾ ਦਿੱਤੀਆਂ ਸਨ। 

ਚੰਨੀ ਨੇ ਕਿਹਾ : ਸੂਬਾ ਸਰਕਾਰ ਪੂਰੀ ਤਰ੍ਹਾਂ ਅਸਫਲ

ਜਲੰਧਰ/ਬਿਊਰੋ ਨਿਊਜ਼ 

ਪੰਜਾਬ ਕਾਂਗਰਸ ਦੇ ਆਗੂਆਂ ਨੇ ਅੱਜ ਜਲੰਧਰ ਦੇ ਇੱਕ ਨਿੱਜੀ ਰਿਜੋਰਟ ਵਿਚ ਰੈਲੀ ਕੀਤੀ। ਇਸ ਰੈਲੀ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਪਰਗਟ ਸਿੰਘ ਸਣੇ ਬਹੁਤ ਸਾਰੇ ਆਗੂ ਤੇ ਵਰਕਰ ਸ਼ਾਮਲ ਹੋਏ। ਇਸ ਰੈਲੀ ਦੌਰਾਨ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਨਿਸ਼ਾਨੇ ’ਤੇ ਲਿਆ। ਇਨ੍ਹਾਂ ਆਗੂਆਂ ਨੇ ਇਕਜੁੱਟਤਾ ਦਾ ਵੀ ਪ੍ਰਗਟਾਵਾ ਕੀਤਾ। ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਇਹ ਸਰਕਾਰ ਪੂਰੀ ਤਰ੍ਹਾਂ ਅਸਫਲ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਗੱਲਾਂ ਕਰਨੀਆਂ ਹੀ ਜਾਣਦੇ ਹਨ। ਸੂਬੇ ਵਿਚ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਡੈਮਾਂ ਦੀ ਮਜ਼ਬੂਤੀ ਵੱਲ ਧਿਆਨ ਦਿੰਦੀ। 

ਜਥੇਦਾਰ ਕੁਲਦੀਪ ਸਿੰਘ ਗੜਗੱਜ ਕੋਲ ਰੱਖਿਆ ਆਪਣਾ ਪੱਖ

ਅੰਮਿ੍ਰਤਸਰ/ਬਿਊਰੋ ਨਿਊਜ਼

ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੰਘੇ ਦਿਨੀਂ ਸ੍ਰੀਨਗਰ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਸੀ। ਇਸ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਨਾਚ ਗਾਣ ਆਦਿ ਦਿਖਾਇਆ ਗਿਆ ਸੀ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਸੀ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜਫ਼ਰ ਨੂੰ ਅਕਾਲ ਤਖ਼ਤ ਸਾਹਿਬ ’ਤੇ ਸੱਦਿਆ ਗਿਆ ਸੀ। ਇਸੇ ਤਹਿਤ ਜਸਵੰਤ ਸਿੰਘ ਪੇਸ਼ ਹੋਏ ਅਤੇ ਜਥੇਦਾਰ ਦੇ ਸਨਮੁਖ ਆਪਣਾ ਪੱਖ ਰੱਖਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਆਪਣੀ ਗਲਤੀ ਮੰਨੀ ਸੀ ਅਤੇ ਖਿਮਾ ਯਾਚਨਾ ਕੀਤੀ ਸੀ। 

ਜਾਖੜ ਨੇ ਕਿਹਾ : ਹੜ੍ਹਾਂ ਦੀ ਸਥਿਤੀ ਸੁਧਰਨ ’ਤੇ ਮੁੜ ਲਗਾਏ ਜਾਣਗੇ ਕੈਂਪ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਭਾਜਪਾ ਨੇ ਸੂਬੇ ਵਿੱਚ ਭਾਰੀ ਮੀਂਹ ਕਾਰਨ ਬਣੀ ਹੜ੍ਹਾਂ ਦੀ ਭਿਆਨਕ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਭਲਾਈ ਕੈਂਪ ਮੁਅੱਤਲ ਕਰ ਦਿੱਤੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਲਗਾਏ ਜਾ ਰਹੇ ਜਨ-ਕਲਿਆਣ ਕੈਂਪ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੇ ਹਨ। ਜਾਖੜ ਨੇ ਕਿਹਾ ਕਿ ਜਿਵੇਂ ਹੀ ਹੜ੍ਹਾਂ ਦੀ ਸਥਿਤੀ ਸੁਧਰ ਜਾਵੇਗੀ, ਭਾਜਪਾ ਮੁੜ ਸੂਬੇ ਭਰ ਵਿੱਚ ਕੈਂਪ ਲਗਾਉਣੇ ਸ਼ੁਰੂ ਕਰ ਦੇਵੇਗੀ। ਉਨ੍ਹਾਂ ਦੱਸਿਆ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਗਰੀਬਾਂ, ਬੇਰੁਜ਼ਗਾਰਾਂ, ਕਿਸਾਨਾਂ, ਦਲਿਤਾਂ, ਮਹਿਲਾਵਾਂ ਅਤੇ ਨੌਜਵਾਨਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਵਰਕਰ ਦੌਰੇ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝ ਰਹੇ ਹਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ। 

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਪਹੁੰਚੇ ਅਜਨਾਲਾ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਜਨਾਲਾ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿਵਾਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ ਅਜਨਾਲਾ ਖੇਤਰ ਦੇ 50 ਤੋਂ ਜ਼ਿਆਦਾ ਪਿੰਡ ਬੁਰੀ ਤਰ੍ਹਾਂ ਹੜ੍ਹਾਂ ਦੀ ਲਪੇਟ ਵਿਚ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿਚ ਸ਼ੋ੍ਰਮਣੀ ਅਕਾਲੀ ਦਲ ਹੜ੍ਹ ਪੀੜਤਾਂ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਸਹਾਇਤਾ ਵੀ ਕੀਤੀ ਜਾਵੇਗੀ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਅਜਨਾਲਾ ਪਹੁੰਚੇ ਅਤੇ ਉਨ੍ਹਾਂ ਨੇ ਵੀ ਹੜ੍ਹ ਪੀੜਤਾਂ ਦੀ ਸਾਰ ਲਈ ਹੈ। ਜਾਖੜ ਨੇ ਕਿਹਾ ਕਿ ਇਸ ਸੰਕਟ ਭਰੇ ਮਾਹੌਲ ਵਿਚ ਸਾਨੂੰ ਸਾਰਿਆਂ ਨੂੰ ਇਕਮੁੱਠ ਹੋ ਕੇ ਆਪਣੇ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਅਰੋਪ ਲਗਾਉਂਦਿਆਂ ਕਿਹਾ ਕਿ ਇਹ ਸਰਕਾਰ ਹੜ੍ਹ ਪੀੜਤਾਂ ਦੀ ਮੱਦਦ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। 

 

ਮੰਤਰੀਆਂ ਤੇ ਵਿਧਾਇਕਾਂ ਵਲੋਂ ਵੀ ਹੜ੍ਹ ਪੀੜਤ ਖੇਤਰਾਂ ਦਾ ਦੌਰਾ

ਚੰਡੀਗੜ੍ਹ/ਬਿਊਰੋ ਨਿਊਜ਼   

ਪੰਜਾਬ ਵਿਚ ਪਏ ਮੀਂਹ ਅਤੇ ਪਹਾੜੀ ਇਲਾਕਿਆਂ ਵਿਚੋਂ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਵਿਚ ਆਏ ਬੇਹਿਸਾਬੇ ਪਾਣੀ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਤਬਾਹੀ ਮਚਾ ਦਿੱਤੀ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮਿ੍ਰਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਕਪੂਰਥਲਾ ਜ਼ਿਲ੍ਹੇ ਜ਼ਿਆਦਾ ਪ੍ਰਭਾਵਿਤ ਹੋਏ ਹਨ। ਇਸੇ ਦੌਰਾਨ ਸੁਲਤਾਨਪੁਰ ਲੋਧੀ ਅਤੇ ਅਜਨਾਲਾ ਦੇ ਹੜ੍ਹ ਪੀੜਤ ਇਲਾਕਿਆਂ ਵਿਚ ਸਥਿਤੀ ਨਾਲ ਨਜਿੱਠਣ ਲਈ ਫੌਜ ਨੂੰ ਸੱਦਿਆ ਗਿਆ ਹੈ ਅਤੇ ਫੌਜ ਨੇ ਮੋਰਚਾ ਵੀ ਸੰਭਾਲਿਆ ਹੋਇਆ ਹੈ। ਹੜ੍ਹਾਂ ਦੇ ਪਾਣੀ ਵਿਚ ਘਿਰੇ ਲੋਕਾਂ ਨੂੰ ਫੌਜ ਵਲੋਂ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਹੜ੍ਹਾਂ ਦੇ ਪਾਣੀ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਤਬਾਹ ਹੋ ਚੁੱਕੀ ਹੈ। ਇਸਦੇ ਚੱਲਦਿਆਂ ਸੂਬੇ ਦੇ ਵਿਧਾਇਕਾਂ ਅਤੇ ਮੰਤਰੀਆਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਦੌਰਾਨ ਗੁਰਦਾਸਪੁਰ ਦੇ ਖੇਤਰ ਵਿਚ ਸੂਬਾ ਸਰਕਾਰ ਦੇ ਹੈਲੀਕਾਪਟਰ ਰਾਹੀਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।

ਕਿਹਾ : ਇਹ ਯਕੀਨੀ ਬਣਾਓ ਕਿ ਮੱਦਦ ਹਰ ਲੋੜਵੰਦ ਵਿਅਕਤੀ ਤੱਕ ਪਹੁੰਚੇ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਚ ਮੰਤਰੀਆਂ ਅਤੇ ਵਿਧਾਇਕਾਂ ਨਾਲ ਉਚ ਪੱਧਰੀ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੌਰਾਨ ਸੂਬੇ ਵਿਚ ਆਏ ਹੜ੍ਹਾਂ ਸਬੰਧੀ ਸਥਿਤੀ ਅਤੇ ਰਾਹਤ ਕਾਰਜਾਂ ਸਬੰਧੀ ਚਰਚਾ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਫੀਲਡ ਵਿਚ ਜਾ ਕੇ ਲੋਕਾਂ ਦੀ ਸਿੱਧੀ ਮੱਦਦ ਕਰਨ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰੋ ਅਤੇ ਇਹ ਯਕੀਨੀ ਬਣਾਓ ਕਿ ਮੱਦਦ ਹਰ ਲੋੜਵੰਦ ਵਿਅਕਤੀ ਤੱਕ ਪਹੁੰਚੇ। ਸੀਐਮ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੋ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕਰੋ। ਇਸ ਮੀਟਿੰਗ ਦੌਰਾਨ ਸੀਐਮ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੜ੍ਹ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਅਤੇ ਸਥਿਤੀ ਨੂੰ ਜਲਦੀ ਤੋਂ ਜਲਦੀ ਆਮ ਵਰਗਾ ਬਣਾਉਣਾ ਹੈ। ਸੀਐਮ ਮਾਨ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਸਰਕਾਰ ਪੰਜਾਬ ਦੇ ਲੋਕਾਂ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। 

ਹੜ੍ਹਾਂ ਨੇ ਸੂਬੇ ਦੇ ਕਈ ਇਲਾਕਿਆਂ ਵਿਚ ਮਚਾਈ ਹੈ ਤਬਾਹੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਦਸਵੰਧ ਕੱਢਣ ਦੀ ਅੱਜ ਸ਼ੁਰੂਆਤ ਕੀਤੀ ਹੈ। ਸੰਧਵਾਂ ਨੇ ਹੜ੍ਹ ਪੀੜਤਾਂ ਦੀ ਮੱਦਦ ਵਜੋਂ ਟਰੈਕਟਰਾਂ ਲਈ ਡੀਜ਼ਲ ਵਾਸਤੇ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਇਕ ਮਹੀਨੇ ਦੀ ਤਨਖਾਹ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਮੀਡੀਆ ਵਿਚ ਖਬਰਾਂ ਚੱਲ ਰਹੀਆਂ ਸਨ ਕਿ ਕਰੋੜਪਤੀ ਵਿਧਾਇਕਾਂ ਅਤੇ ਮੰਤਰੀਆਂ ਵਲੋਂ ਹੜ੍ਹ ਪੀੜਤਾਂ ਲਈ ਕੋਈ ਵੀ ਮੱਦਦ ਦਾ ਐਲਾਨ ਨਹੀਂ ਹੋ ਰਿਹਾ ਹੈ। ਇਸਦੇ ਚੱਲਦਿਆਂ ਸਪੀਕਰ ਸੰਧਵਾਂ ਨੇ ਇਸ ਬਾਰੇ ਪਹਿਲ ਕਰਦਿਆਂ ਨਿੱਜੀ ਤੌਰ ’ਤੇ ਹੜ੍ਹ ਪੀੜਤਾਂ ਦੀ ਮੱਦਦ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਆਏ ਹੜ੍ਹਾਂ ਨੇ ਕਈ ਜ਼ਿਲ੍ਹਿਆਂ ਵਿਚ ਭਾਰੀ ਨੁਕਸਾਨ ਕੀਤਾ ਹੈ ਅਤੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਵੀ ਨੁਕਸਾਨੀ ਗਈ ਹੈ।

ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ - ਘੱਗਰ ਨਦੀ ਦਾ ਪਾਣੀ ਵਧਿਆ 

ਚੰਡੀਗੜ੍ਹ/ਬਿਊਰੋ ਨਿਊਜ਼ 

ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿਚ ਵੀ ਹੜ੍ਹਾਂ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਇਹ ਚਿਤਾਵਨੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਅਤੇ ਪੂਰੇ ਖੇਤਰ ਵਿਚ ਭਾਰੀ ਮੀਂਹ ਤੇ ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹਣ ਤੋਂ ਬਾਅਦ ਜਾਰੀ ਹੋਈ ਹੈ। ਇਹ ਘੱਗਰ ਨਦੀ ਹਿਮਾਚਲ ਪ੍ਰਦੇਸ਼ ਵਿਚੋਂ ਨਿਕਲਦੀ ਹੈ ਅਤੇ ਪੰਜਾਬ ’ਚ 165 ਕਿਲੋਮੀਟਰ ਦਾ ਰਸਤਾ ਤੈਅ ਕਰਦੀ ਹੈ। ਇਸਦੇ ਚੱਲਦਿਆਂ ਘੱਗਰ ਦੇ ਨਾਲ ਲੱਗਦੇ ਪਿੰਡਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਮੁਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘੱਗਰ ਨੇੜਲੇ ਪਿੰਡਾਂ ਦਾ ਜਾਇਜ਼ਾ ਵੀ ਲਿਆ ਗਿਆ ਹੈ। ਘੱਗਰ ਨਦੀ ਵਿਚ ਵਧ ਰਹੇ ਪਾਣੀ ਦੇ ਪੱਧਰ ਕਾਰਨ ਰਾਜਪੁਰਾ ਦੇ ਕਈ ਪਿੰਡਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਸੇ ਦੌਰਾਨ ਚੰਡੀਗੜ੍ਹ ਦੀ ਸੁਖਨਾ ਝੀਲ ਦੇ ਤਿੰਨ ਫਲੱਡ ਗੇਟਾਂ ਵਿਚੋਂ ਦੋ ਗੇਟ ਅੱਜ ਖੋਲ੍ਹ ਦਿੱਤੇ ਗਏ ਸਨ। ਦੱਸਣਯੋਗ ਹੈ ਕਿ ਇਸ ਮਾਨਸੂਨ ਸੀਜ਼ਨ ਵਿਚ ਇਹ ਛੇਵੀਂ ਵਾਰ ਹੈ ਜਦੋਂ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਹਨ।

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਮਜੀਠੀਆ ਹਨ ਜੇਲ੍ਹ ’ਚ

ਮੁਹਾਲੀ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਦੀ ਜੇਲ੍ਹ ’ਚ ਬੰਦ ਹੈ। ਇਸਦੇ ਚੱਲਦਿਆਂ ਮਜੀਠੀਆ ਦੀ ਪੇਸ਼ੀ ਅੱਜ ਵੀਡੀਓ ਕਾਨਫਰਸਿੰਗ ਦੇ ਜ਼ਰੀਏ ਮੁਹਾਲੀ ਦੀ ਅਦਾਲਤ ਵਿਚ ਹੋਈ ਹੈ। ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ਹੁਣ 6 ਸਤੰਬਰ ਤੱਕ ਵਧਾ ਦਿੱਤੀ ਹੈ। ਇਸ ਮੌਕੇ ਅਦਾਲਤ ’ਚ ਸਰਕਾਰੀ ਧਿਰ ਵਲੋਂ ਵਕੀਲ ਫੈਰੀ ਸੋਫਤ ਅਤੇ ਪ੍ਰੀਤਇੰਦਰ ਪਾਲ ਸਿੰਘ ਨੇ ਅਗਵਾਈ ਕੀਤੀ, ਜਦੋਂਕਿ ਬਚਾਅ ਧਿਰ ਵਲੋਂ ਵਕੀਲ ਐਚ.ਐਸ. ਧਨੋਆ ਅਤੇ ਡੀ.ਐਸ. ਸੋਬਤੀ ਅਦਾਲਤ ਵਿਚ ਮੌਜੂਦ ਰਹੇ। ਇਸੇ ਦੌਰਾਨ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬੈਰਕ ਬਦਲੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਵੀ 30 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਧਿਆਨ ਰਹੇ ਕਿ ਮਜੀਠੀਆ ਨੂੰ ਉਨ੍ਹਾਂ ਦੀ ਅੰਮਿ੍ਰਤਸਰ ਸਥਿਤ ਰਿਹਾਇਸ਼ ਤੋਂ 25 ਜੂੁਨ ਨੂੰ ਗਿ੍ਰਫਤਾਰ ਕੀਤਾ ਗਿਆ ਹੈ। 

ਮਾਮਲੇ ਦੀ ਪੜਤਾਲ ਲਈ ਕਮੇਟੀ ਦਾ ਗਠਨ

ਅੰਮਿ੍ਰਤਸਰ/ਬਿਊਰੋ ਨਿਊਜ਼  

ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵਲੋਂ ਰਚਿਤ ਗੁਰਸ਼ਬਦ ਰਤਨਾਕਾਰ ਮਹਾਨਕੋਸ਼ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕੀਤੀ ਗਈ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਬੇਅਦਬੀ ਦੇ ਇਸ ਮਾਮਲੇ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖਤ ਨੋਟਿਸ ਲਿਆ ਹੈ ਅਤੇ ਇਸ ਮਾਮਲੇ ਦੀ ਪੜਤਾਲ ਲਈ ਇਕ ਕਮੇਟੀ ਦਾ ਗਠਨ ਵੀ ਕਰ ਦਿੱਤਾ ਹੈ। ਇਹ ਕਮੇਟੀ ਇਕ ਹਫਤੇ ਵਿਚ ਸਮੁੱਚੇ ਘਟਨਾਕ੍ਰਮ ਬਾਰੇ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਨੂੰ ਸੌਂਪੇਗੀ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਤੇ ਮਹਾਨ ਕੋਸ਼ ਨੂੰ ਜ਼ਮੀਨ ਹੇਠਾਂ ਦੱਬ ਕੇ ਉਸਦੀ ਬੇਅਦਬੀ ਕਰਨ ਦੇ ਆਰੋਪ ਲੱਗੇ ਹਨ। ਇਸ ਘਟਨਾ ਦੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਨਿੰਦਾ ਕੀਤੀ ਹੈ ਅਤੇ ਇਸ ਨੂੰ ਸਿੱਖ ਰਹੁਰੀਤਾਂ ਵਿਰੁੱਧ ਕਰਾਰ ਦਿੱਤਾ ਹੈ।

ਕਿਹਾ : ਮੇਰਾ ਹੈਲੀਕਾਪਟਰ ਹੁਣ ਲੋਕਾਂ ਹਵਾਲੇ

ਗੁਰਦਾਸਪੁਰ/ਬਿਊਰੋ ਨਿਊਜ਼ 

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਭਾਰੀ ਤਬਾਹੀ ਹੋਈ ਹੈ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਸੀਐਮ ਮਾਨ ਸਭ ਤੋਂ ਪਹਿਲਾਂ ਕਸਬਾ ਬਹਿਰਾਮਪੁਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਸਰਕਾਰ ਹੜ੍ਹ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਿੰਡਾਂ ਵਿਚ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਸਕੇ ਅਤੇ ਬਿਨਾ ਰਾਸ਼ਨ ਛੋਟੇ ਬੱਚਿਆਂ ਨਾਲ ਘਰਾਂ ਦੀਆਂ ਛੱਤਾਂ ’ਤੇ ਬੈਠੇ ਹਨ। ਸੀਐਮ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ 92 ਸੀਟਾਂ ਨਾਲ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਮੈਨੂੰ ਹੈਲੀਕਾਪਟਰ ਦਿੱਤਾ ਸੀ, ਉਹ ਹੈਲੀਕਾਪਟਰ ਅੱਜ ਲੋਕਾਂ ਨੂੰ ਸੌਂਪ ਰਹੇ ਹਨ। ਉਨ੍ਹਾਂ ਕਿਹਾ ਕਿ ਹੈਲੀਕਾਪਟਰ ਰਾਹੀਂ ਲੋਕਾਂ ਨੂੰ ਪਾਣੀ, ਦੁੱਧ ਅਤੇ ਹੋਰ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਕਾਰ ’ਤੇ ਵਾਪਸ ਚਲੇ ਜਾਣਗੇ। ਸੀ.ਐਮ. ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨਾਲ ਖੜ੍ਹੀ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.