Thursday, 28 May 2026

ਵਿਧਾਇਕਾ ਪਰਿਵਾਰ ਸਣੇ ਦਿੱਲੀ ਹਵਾਈ ਅੱਡੇ ਤੋਂ ਆ ਰਹੀ ਸੀ ਵਾਪਸ

ਲੁਧਿਆਣਾ/ਬਿਊਰੋ ਨਿਊਜ਼

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰ ਕੌਰ ਛੀਨਾ ਕਾਰ ਹਾਦਸੇ ’ਚ ਜ਼ਖਮੀ ਹੋ ਗਏ ਹਨ। ਵਿਧਾਇਕਾ ਛੀਨਾ ਆਪਣੀ ਸਰਕਾਰੀ ਇਨੋਵਾ ਕਾਰ ਵਿਚ ਪਰਿਵਾਰ ਸਣੇ ਦਿੱਲੀ ਹਵਾਈ ਅੱਡੇ ਤੋਂ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਖਨੌਰੀ ਨੇੜੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਜ਼ਖਮੀ ਵਿਧਾਇਕਾ ਨੂੰ ਇਲਾਜ ਲਈ ਲੁਧਿਆਣਾ ਦੇ ਡੀ.ਐਮ.ਸੀ. ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਇਕਾ ਛੀਨਾ ਪਿਛਲੇ ਦਿਨੀਂ ਅਮਰੀਕਾ ਦੇ ਦੌਰੇ ’ਤੇ ਗਏ ਸਨ ਅਤੇ ਉਹ ਦਿੱਲੀ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਅੱਜ ਤੜਕੇ ਲੁਧਿਆਣਾ ਵਾਪਸ ਪਰਤ ਰਹੇ ਸਨ। ਵਿਧਾਇਕਾ ਦੇ ਨਾਲ ਉਨ੍ਹਾਂ ਦਾ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਸੀ। ਦੱਸਿਆ ਜਾ ਰਿਹਾ ਹੈ ਕਿ ਖਨੌਰੀ ਦੇ ਨੇੜੇ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਡਿਵਾਈਡਰ ਨਾਲ ਟਕਰਾ ਗਈ। 

ਪੰਜਾਬ ਸਰਕਾਰ ਨੂੰ 20 ਅਗਸਤ ਤੱਕ ਸਥਿਤੀ ਸਾਫ ਕਰਨ ਲਈ ਕਿਹਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਵਲੋਂ ਲੰਘੇ ਦਿਨ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਮੀਟਿੰਗ ਕੀਤੀ ਹੈ। ਇਸ ਦੌਰਾਨ ਸੂਬਾ ਸਰਕਾਰ ਦੇ ਫੈਸਲੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਨਹੀਂ ਕਰਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਸਬੰਧੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਮੋਰਚੇ ਵਲੋਂ ਸਰਕਾਰ ਨੂੰ 20 ਅਗਸਤ  ਤੱਕ ਦਾ ਸਮਾਂ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਉਦੋਂ ਤੱਕ ਸਥਿਤੀ ਸਪੱਸ਼ਟ ਨਹੀਂ ਕਰਦੀ ਤਾਂ ਮੋਰਚਾ ਸੰਘਰਸ਼ ਹੋਰ ਤੇਜ਼ ਕਰੇਗਾ। 

ਚੰਡੀਗੜ੍ਹ/ਬਿਊਰੋ ਨਿਊਜ਼

ਆਜ਼ਾਦੀ ਦਿਵਸ ਦੇ ਮੌਕੇ ’ਤੇ ਫਰੀਦਕੋਟ ’ਚ  ਸੂਬਾ ਪੱਧਰੀ ਸਮਾਗਮ ਹੋਵੇਗਾ ਤੇ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ। ਧਿਆਨ ਰਹੇ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿਚ 15 ਅਗਸਤ ਨੂੰ ਆਜ਼ਾਦੀ ਸਬੰਧੀ ਸਮਾਗਮ ਕਰਵਾਏ ਜਾਣਗੇ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤਿਰੰਗਾ ਲਹਿਰਾਉਣਗੇ। ਇਸੇ ਦੌਰਾਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ’ਚ ਅਤੇ ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਰੋੜੀ ਫਾਜ਼ਿਲਕਾ ’ਚ ਤਿਰੰਗਾ ਲਹਿਰਾਉਣਗੇ। ਮੰਤਰੀ ਹਰਪਾਲ ਸਿੰਘ ਚੀਮਾ ਰੂਪਨਗਰ, ਅਮਨ ਅਰੋੜਾ ਲੁਧਿਆਣਾ ਅਤੇ ਡਾ. ਬਲਜੀਤ ਕੌਰ ਸ਼ਹੀਦ ਭਗਤ ਸਿੰਘ ਨਗਰ ਵਿਚ ਤਿਰੰਗਾ ਲਹਿਰਾਉਣਗੇ। ਮੰਤਰੀ ਸੰਜੀਵ ਅਰੋੜਾ ਸੰਗਰੂਰ, ਡਾ. ਬਲਬੀਰ ਸਿੰਘ ਅੰਮਿ੍ਰਤਸਰ, ਹਰਦੀਪ ਸਿੰਘ ਮੁੰਡੀਆਂ ਗੁਰਦਾਸਪੁਰ ’ਚ ਅਤੇ ਲਾਲ ਚੰਦ ਕਟਾਰੂਚੱਕ ਤਰਨਤਾਰਨ ਵਿਚ 15 ਅਗਸਤ ਦੇ ਪ੍ਰੋਗਰਾਮ ’ਚ ਸ਼ਾਮਲ ਹੋਣਗੇ। ਇਸੇ ਤਰ੍ਹਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਮਾਨਸਾ, ਹਰਜੋਤ ਸਿੰਘ ਬੈਂਸ ਮੋਗਾ, ਬਰਿੰਦਰ ਕੁਮਾਰ ਗੋਇਲ ਬਠਿੰਡਾ ਅਤੇ ਤਰੁਣਪ੍ਰੀਤ ਸਿੰਘ ਸੌਂਦ ਜਲੰਧਰ ਵਿਚ ਤਿਰੰਗਾ ਲਹਿਰਾਉਣਗੇ। ਇਸਦੇ ਚੱਲਦਿਆਂ ਮੰਤਰੀ ਰਵਜੋਤ ਸਿੰਘ ਪਠਾਨਕੋਟ, ਗੁਰਮੀਤ ਸਿੰਘ ਖੁੱਡੀਆਂ ਮੋਹਾਲੀ, ਮੋਹਿੰਦਰ ਭਗਤ ਹੁਸ਼ਿਆਰਪੁਰ ਅਤੇ ਹਰਭਜਨ ਸਿੰਘ ਈਟੀਓ ਪਟਿਆਲਾ ਵਿਚ ਤਿਰੰਗਾ ਲਹਿਰਾਉਣਗੇ।

ਮੰਡੀ ਗੋਬਿੰਦਗੜ੍ਹ, 12 ਅਗਸਤ: ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਹਰਿਆਲੀ ਤੀਜ ਦਾ ਤਿਉਹਾਰ ਬਹੁਤ ਉਤਸ਼ਾਹ ਅਤੇ ਰਵਾਇਤੀ ਜੋਸ਼ ਨਾਲ ਮਨਾਇਆ ਗਿਆ।

ਇਸ ਸਮਾਗਮ ਨੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ਼ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਸਨਮਾਨ ਕਰਨ ਲਈ ਇਕੱਠਾ ਕੀਤਾ। ਸੈਮੀਨਾਰ ਹਾਲ ਨੂੰ ਹਰੇ ਰੰਗ ਦੀਆਂ ਝੰਡੀਆਂ, ਫੁੱਲਾਂ ਅਤੇ ਰਵਾਇਤੀ ਰੂਪਾਂ ਨਾਲ ਸਜਾਇਆ ਗਿਆ ਸੀ, ਜੋ ਹਰਿਆਲੀ ਤੀਜ ਦੇ ਸਾਰ ਦੇ ਨਾਲ ਨਾਲ ਮਾਨਸੂਨ, ਕੁਦਰਤ ਅਤੇ ਸ਼ਰਧਾ ਦੇ ਜਸ਼ਨ ਨੂੰ ਦਰਸਾਉਂਦਾ ਹੈੈ। ਰੰਗੀਨ ਪਹਿਰਾਵੇ ਵਿੱਚ ਸੱਜੀਆਂ ਵਿਦਿਆਰਥਣਾ ਨੇ ਇਸ ਮੌਕੇ ਨੂੰ ਹੋਰ ਵੀ ਰੌਣਕ ਪ੍ਰਦਾਨ ਕੀਤੀ।

ਇਸ ਸਮਾਗਮ ਦੀ ਸ਼ੁਰੂਆਤ ਸ਼ਮਾ ਰੋਸ਼ਨ ਦੀ ਰਸਮ ਨਾਲ ਹੋਈ, ਜਿਸ ਤੋਂ ਬਾਅਦ ਗਿੱਧਾ ਅਤੇ ਭੰਗੜਾ ਸਮੇਤ ਮਨਮੋਹਕ ਲੋਕ ਨਾਚ ਪੇਸ਼ ਕੀਤੇ ਗਏ। ਮਹਿੰਦੀ ਮੁਕਾਬਲਾ, ਰਵਾਇਤੀ ਗਾਇਕੀ ਅਤੇ ਸਭ ਤੋਂ ਵਧੀਆ ਪਹਿਰਾਵੇ ਵਾਲੇ ਮੁਕਾਬਲੇ ਵਰਗੀਆਂ ਗਤੀਵਿਧੀਆਂ ਨੇ ਜੀਵੰਤ ਭਾਵਨਾ ਨੂੰ ਹੋਰ ਵਧਾ ਦਿੱਤਾ।

ਇਸ ਦੌਰਾਨ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਭਾਗੀਦਾਰਾਂ ਦੀ ਪ੍ਰਸ਼ੰਸਾ ਕੀਤੀ ਅਤੇ ਵਿਦਿਆਰਥੀਆਂ ਨੂੰ ਅਕਾਦਮਿਕ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ।

ਇਸ ਜਸ਼ਨ ਦਾ ਸੰਚਾਲਨ ਡਿਪਟੀ ਡਾਇਰੈਕਟਰ ਡਾ. ਪ੍ਰਭਜੋਤ ਸਿੰਘ, ਪ੍ਰਿੰਸੀਪਲ ਡਾ. ਲਵਸੰਪੂਰਨਜੋਤ ਕੌਰ ਅਤੇ ਵਾਈਸ ਪ੍ਰਿੰਸੀਪਲ ਪ੍ਰੋ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕੀਤਾ ਗਿਆ।

ਇਸ ਮੌਕੇ ਜੇਤੂਆਂ ਨੂੰ ਇਨਾਮ ਦਿੱਤੇ ਗਏ, ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਵਾਲੇ ਇੱਕ ਯਾਦਗਾਰੀ ਸਮਾਗਮ ਦੇ ਆਯੋਜਨ ਲਈ ਫੈਕਲਟੀ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।

 

ਖਹਿਰਾ ਦੀ ਜ਼ਮਾਨਤ ਰੱਦ ਹੋਣ ਸਬੰਧੀ ਚੱਲੀ ਸੀ ਖਬਰ

ਚੰਡੀਗੜ੍ਹ/ਬਿਊਰੋ ਨਿਊਜ਼ 

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਹਾਈਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ ਹੋਣ ਸਬੰਧੀ ਮੀਡੀਆ ਵਿਚ ਖਬਰਾਂ ਆ ਰਹੀਆਂ ਹਨ। ਇਨ੍ਹਾਂ ਖਬਰਾਂ ਤੋਂ ਬਾਅਦ ਖਹਿਰਾ ਨੇ ਆਪਣੇ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸਤੋ ਕੁਝ ਵਿਕ ਚੁੱਕੇ ਟੀ.ਵੀ. ਚੈਨਲ, ਹਾਈਕੋਰਟ ਵਿਚ ਮੇਰੀ ਪਟੀਸ਼ਨ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਖਹਿਰਾ ਨੇ ਕਿਹਾ ਕਿ ਇਹ ਪਟੀਸ਼ਨ ਐਨ.ਡੀ.ਪੀ.ਐਸ. ਮਾਮਲੇ ਵਿਚ ਅਗਾਊਂ ਜ਼ਮਾਨਤ ਦੀ ਮੰਗ ਨਹੀਂ ਕਰ ਰਹੀ ਸੀ, ਜਿਵੇਂ ਕਿ ਮੀਡੀਆ ਵਲੋਂ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਹੀ 2024 ਵਿਚ ਹਾਈਕੋਰਟ ਵਲੋਂ ਦਿੱਤੀ ਗਈ ਜ਼ਮਾਨਤ ’ਤੇ ਹਾਂ। ਖਹਿਰਾ ਨੇ ਕਿਹਾ ਕਿ ਸਾਡੀ ਪਟੀਸ਼ਨ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਹੋ ਰਹੀ ਜਾਂਚ ਸਬੰਧੀ ਸੀ। ਖਹਿਰਾ ਨੇ ਕਿਹਾ ਕਿ ਮੈਂ ਵਿਕ ਚੁੱਕੇ ਮੀਡੀਆ ਨੂੰ ਮਾਣਹਾਨੀ ਲਈ ਕਾਨੂੰਨੀ ਨੋਟਿਸ ਵੀ ਭੇਜਾਂਗਾ। 

 

ਕਿਹਾ : ਲੈਂਡ ਪੂਲਿੰਗ ਨਾਲੋਂ  ਕਿਸਾਨਾਂ ਦੀ ਖੁਸ਼ੀ ਜ਼ਿਆਦਾ ਮਹੱਤਵਪੂਰਨ 

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਸਰਕਾਰ ਦੇ ਇਸ ਫੈਸਲੇ ਸਬੰਧੀ ਗੱਲਬਾਤ ਕਰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਸਾਡੇ ਲਈ ਲੈਂਡ ਪੂੂਲਿੰਗ ਨੀਤੀ ਨਾਲੋਂ ਕਿਸਾਨਾਂ ਦੀ ਖੁਸ਼ੀ ਅਤੇ ਸੰਤੁਸ਼ਟੀ ਜ਼ਿਆਦਾ ਮਹੱਤਵਪੂਰਨ ਹੈ। ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨ ਪੱਖੀ ਪਾਰਟੀ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤ ਲਈ ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਲੈ ਕੇ ਆਈ ਸੀ, ਪਰ ਨੀਤੀ ਕਿਸਾਨਾਂ ਨੂੰ ਪਸੰਦ ਨਹੀਂ ਆਈ। ਇਸ ਲਈ ਅਸੀਂ ਬਿਨਾਂ ਦੇਰੀ ਕੀਤੇ ਇਸ ਨੀਤੀ ਨੂੰ ਵਾਪਸ ਲੈ ਲਿਆ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਕਿਸਾਨਾਂ ਦਾ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। 

 

ਬੈਂਸ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਵੀ ਕੀਤੀ ਮੁਲਾਕਾਤ

ਅੰਮਿ੍ਰਤਸਰ/ਬਿਊਰੋ ਨਿਊਜ਼ 

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅੰਮਿ੍ਰਤਸਰ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਲੱਗੀ ਹੋਈ ਤਨਖਾਹ ਪੂਰੀ ਕਰਨ ਤੋਂ ਬਾਅਦ ਖਿਮਾ ਯਾਚਨਾ ਦੀ ਅਰਦਾਸ ਕਰਵਾਈ ਹੈ। ਬੈਂਸ ਨੇ ਹੋਈ ਭੁੱਲ ਚੁੱਕ ਦੀ ਖਿਮਾ ਮੰਗੀ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਕਰਵਾਇਆ ਗਿਆ ਸੀ। ਇਸ ਸਮਾਗਮ ਦੌਰਾਨ ਚੱਲੇ ਨਾਚ ਗਾਣੇ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਜ਼ਾ ਸੁਣਵਾਈ ਗਈ ਸੀ। ਬੈਂਸ ਨੇ ਸਿੱਖ ਸੰਗਤ ਦੇ ਸਾਹਮਣੇ ਆਪਣੀ ਗਲਤੀ ਨੂੰ ਕਬੂਲ ਕੀਤਾ ਸੀ। ਸ੍ਰੀ ਅਕਾਲ ਤਖ਼ਤ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਖਿਮਾ ਯਾਚਨਾ ਦੀ ਅਰਦਾਸ ਕਰਵਾਈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ। ਇਸ ਉਪਰੰਤ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੀ ਮੁਲਾਕਾਤ ਕੀਤੀ ਹੈ। 

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਰੱਦ ਹੋਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਲਈ ਅਰਜ਼ੀ ਦਾਖਲ ਕੀਤੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ  ਸਰਕਾਰ ਨੇ ਸੁਪਰੀਮ ਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 14 ਜੁਲਾਈ ਦੇ ਆਦੇਸ਼ ਵਿਚ ਸੋਧ ਕਰਨ ਦੀ ਮੰਗ ਕੀਤੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਅਗਸਤ 2022 ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਨੂੰ ਰੱਦ ਕਰ ਦਿੱਤਾ ਸੀ। ਨਾਲ ਹੀ ਕਿਹਾ ਗਿਆ ਸੀ ਕਿ ਇਸ ਭਰਤੀ ਪ੍ਰਕਿਰਿਆ ਦੇ ਦੌਰਾਨ ਨਿਯਮਾਂ ਦਾ ਪਾਲਣ ਨਹੀਂ ਕੀਤਾ ਗਿਆ ਹੈ। 

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਮਜੀਠੀਆ ਹਨ ਜੇਲ੍ਹ ’ਚ

ਚੰਡੀਗੜ੍ਹ/ਬਿਊਰੋ ਨਿਊਜ਼ 

ਮੁਹਾਲੀ ਦੀ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ ਫਿਰ ਮੁਲਤਵੀ ਕਰ ਦਿੱਤੀ ਗਈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਮਜੀਠੀਆ ਵਲੋਂ ਜੇਲ੍ਹ ’ਚ ਬੈਰਕ ਬਦਲਣ ਦੀ ਅਪੀਲ ’ਤੇ ਹੁਣ 21 ਅਗਸਤ ਨੂੰ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮਜੀਠੀਆ ਨਾਭਾ ਦੀ ਜੇਲ੍ਹ ਵਿਚ ਬੰਦ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ ਉਨ੍ਹਾਂ ਦੇ ਅੰਮਿ੍ਰਤਸਰ ’ਚ ਸਥਿਤ ਘਰ ’ਚੋਂ 25 ਜੂਨ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਦੋਂ ਤੋਂ ਹੀ ਮਜੀਠੀਆ ਜੇਲ੍ਹ ਵਿਚ ਬੰਦ ਹਨ। 

ਚੰਡੀਗੜ੍ਹ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਅੱਜ ਫਿਰ ਮੁਲਤਵੀ ਹੋ ਗਈ ਹੈ ਅਤੇ ਅਗਲੀ ਸੁਣਵਾਈ ਹੁਣ 12 ਅਗਸਤ ਉਤੇ ਪੈ ਗਈ ਹੈ। ਧਿਆਨ ਰਹੇ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਮੁਹਾਲੀ ਅਦਾਲਤ ਵਿਚ ਸੁਣਵਾਈ ਅੱਜ ਦੁਬਾਰਾ ਹੋਈ ਹੈ। ਇਸ ਮੌਕੇ ਸਰਕਾਰੀ ਧਿਰ ਵਲੋਂ ਵਕੀਲ ਫੈਰੀ ਸੋਫਤ ਅਤੇ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਪੇਸ਼ ਹੋਏ, ਜਦੋਂ ਕਿ ਸਰਕਾਰੀ ਵਕੀਲ ਪ੍ਰੀਤਇੰਦਰ ਪਾਲ ਸਿੰਘ ਸਿਹਤ ਖਰਾਬ ਹੋਣ ਕਾਰਨ ਕਾਰਵਾਈ ਵਿਚ ਸ਼ਾਮਲ ਨਹੀਂ ਹੋ ਸਕੇ। ਇਸੇ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਦੀ ਪਤਨੀ ਵਿਧਾਇਕ ਗਨੀਵ ਕੌਰ ਮਜੀਠੀਆ ਵੀ ਅਦਾਲਤ ਵਿਚ ਮੌਜੂਦ ਰਹੇ। ਇਸੇ ਦੌਰਾਨ ਗਨੀਵ ਕੌਰ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ। ਜ਼ਿਕਰਯੋਗ ਹੈ ਕਿ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮਜੀਠੀਆ ਨਾਭਾ ਦੀ ਜੇਲ੍ਹ ਵਿਚ ਬੰਦ ਹਨ। 

ਕਿਹਾ : ਗਿਆਨੀ ਹਰਪ੍ਰੀਤ ਸਿੰਘ ਦੀ ਇਹ ਮਨਸ਼ਾ ਪੂਰੀ ਹੋਈ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਅਕਾਲੀ ਦਲ ਦੇ ਪ੍ਰਧਾਨ ਬਣਨ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮਨਸ਼ਾ ਪੂਰੀ ਹੋ ਗਈ ਹੈ। ਧਾਮੀ ਨੇ ਆਰੋਪ ਲਾਇਆ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਅਹੁਦੇ ’ਤੇ ਬੈਠਣ ਪਿੱਛੇ ਕੋਈ ਨਾ ਕੋਈ ਸਾਜਿਸ਼ ਜ਼ਰੂਰ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨਗੀ ਦਾ ਇਹ ਏਜੰਡਾ ਪਹਿਲਾਂ ਤੋਂ ਹੀ ਤੈਅ ਸੀ ਅਤੇ ਕੱਲ੍ਹ ਜੋ ਕੁਝ ਹੋਇਆ, ਉਹ ਸਿਰਫ ਇੱਕ ਡਰਾਮਾ ਸੀ। ਧਾਮੀ ਨੇ ਇਸ ਸਬੰਧੀ ਸੁਰਜੀਤ ਸਿੰਘ ਰੱਖੜਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਰੱਖੜਾ ਨੇ ਇੱਕ ਦਿਨ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ ਦੇ ਨਵੇਂ ਅਕਾਲੀ ਦਲ ਦਾ ਪ੍ਰਧਾਨ ਬਣਨ ਦਾ ਐਲਾਨ ਕਰ ਦਿੱਤਾ ਸੀ। ਐਡਵੋਕੇਟ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਉਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਦਫ਼ਤਰ ਅਤੇ ਅਕਾਲੀ ਦਲ ਦਾ ਚੋਣ ਨਿਸ਼ਾਨ ਲੈਣ ਦੀ ਗੱਲ ਕਹੀ ਸੀ। 

ਕਿਹਾ : ਗਿਆਨੀ ਹਰਪ੍ਰੀਤ ਸਿੰਘ ਨੂੰ ਨਵਾਂ ਪ੍ਰਧਾਨ ਬਣਾਉਣਾ ਏਜੰਸੀਆਂ ਦੀਆਂ ਚਾਲਾਂ

ਪਟਿਆਲਾ/ਬਿਊਰੋ ਨਿਊਜ਼ 

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਵੇਂ ਧੜੇ ਦਾ ਪ੍ਰਧਾਨ ਬਣਨ ’ਤੇ ਤਨਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਨਵਾਂ ਪ੍ਰਧਾਨ ਬਣਾਉਣਾ ਏਜੰਸੀਆਂ ਦੀਆਂ ਚਾਲਾਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਦਾ ਮਕਸਦ ਸ੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨਾ ਹੈ। ਸੁਖਬੀਰ ਬਾਦਲ ਅੱਜ ਲੈਂਡ ਪੂਲਿੰਗ ਪਾਲਿਸੀ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ’ਚ ਰੱਖੇ ਇਕੱਠ ਨੂੰ ਸੰਬੋਧਨ ਕਰਨ ਪੁੱਜੇ ਸਨ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਚੰਗਾ ਹੋਇਆ ਸ੍ਰੋਮਣੀ ਅਕਾਲੀ ਦਲ ਦਾ ਗਦਾਰ ਲੀਡਰਾਂ ਤੋਂ ਖਹਿੜਾ ਛੁੱਟਿਆ। ਉਨ੍ਹਾਂ ਕਿਹਾ ਕਿ ਮੈਨੂੰ ਲੀਡਰਾਂ ਦੀ ਨਹੀਂ ਸਗੋ ਵਰਕਰਾਂ ਦੀ ਲੋੜ ਹੈ ਜੋ ਕਿ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਆਖਿਆ ਕਿ ਲੈਂਡ ਪੂਲਿੰਗ ਪਾਲਿਸੀ ਖਿਲਾਫ਼ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.