Thursday, 28 May 2026

 

ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵਲੋਂ ਵੀ ਚਿੰਤਾ ਦਾ ਪ੍ਰਗਟਾਵਾ

ਅੰਮਿ੍ਰਤਸਰ/ਬਿਊਰੋ ਨਿਊਜ਼    

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖੁਲਾਸਾ ਕੀਤਾ ਹੈ ਕਿ ਅੱਜ ਬੁੱਧਵਾਰ ਨੂੰ ਇੱਕ ਹੋਰ ਈਮੇਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਆਈ ਹੈ ਅਤੇ ਹੁਣ ਤੱਕ ਅਜਿਹੀਆਂ ਪੰਜ ਈਮੇਲ ਆ ਚੁੱਕੀਆਂ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਵਾਈ ਜਾਵੇ। ਉਨ੍ਹਾਂ ਨਿਰਾਸ਼ਾ ਪਰਗਟ ਕਰਦਿਆਂ ਕਿਹਾ ਕਿ ਹੁਣ ਤੱਕ ਇਸ ਮਾਮਲੇ ਵਿੱਚ ਡੂੰਘਾਈ ਨਾਲ ਜਾਂਚ ਨਹੀਂ ਕੀਤੀ ਗਈ ਅਤੇ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਈਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਹੁਣ ਆਈਆਂ ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅੰਮਿ੍ਰਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਨਾਲ ਐਡ ਕੀਤਾ ਗਿਆ ਹੈ, ਪਰ ਇਸਦੇ ਬਾਵਜੂਦ ਸਰਕਾਰ ਨੇ ਚੁੱਪ ਧਾਰੀ ਹੋਈ ਹੈ। ਇਸੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਹੋਣ ਬਾਰੇ ਧਮਕੀ ਈਮੇਲ ਭੇਜੇ ਜਾਣ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵੱਲੋਂ ਕੀਤੇ ਗਏ ਚਿੰਤਾ ਦੇ ਪ੍ਰਗਟਾਵੇ ਬਾਰੇ ਜਾਣਕਾਰੀ ਦਿੱਤੀ ਹੈ।  ਉਨ੍ਹਾਂ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਵੀ ਭਰੋਸਾ ਦਿੱਤਾ ਹੈ।

 

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ 

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। ਇਸੇ ਦੌਰਾਨ ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਤੋਂ ਸ਼ੁਰੂ ਹੋਈ ਧਰਮ ਬਚਾਓ ਯਾਤਰਾ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਹ  ਯਾਤਰਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਗੁਰੂ ਕਾ ਤਾਲ ਆਗਰਾ ਵਿਖੇ ਪੁੱਜੇਗੀ ਅਤੇ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਪੁੱਜ ਕੇ 14 ਜੁਲਾਈ ਨੂੰ ਸੰਪੰਨ ਹੋਵੇਗੀ। ਰਾਜਪਾਲ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਹਿੰਦੂ ਧਰਮ ਦੀ ਰਾਖੀ ਲਈ ਦਿੱਤੀ ਗਈ ਅਦੁਤੀ ਸ਼ਹਾਦਤ ਨੂੰ ਨਮਨ ਕੀਤਾ। ਇਸੇ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਅੰਦਰ ਹੋ ਰਹੇ ਧਰਮ ਪਰਿਵਰਤਨ ’ਤੇ ਡੂੰਘੀ ਚਿੰਤਾ ਵੀ ਜਤਾਈ ਹੈ। 

 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਐਮ ਭਗਵੰਤ ਮਾਨ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਬਿਊਰੋ ਨਿਊਜ਼ 

ਦੁਨੀਆ ਦੇ ਸਭ ਤੋਂ ਵੱਡੀ ਉਮਰ ਦੇ ਐਥਲੀਟ ਫੌਜਾ ਸਿੰਘ ਦਾ 114 ਸਾਲ ਦੀ ਉਮਰ ਵਿਚ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ ਹੈ। ਦੱਸਿਆ ਗਿਆ ਹੈ ਕਿ ਜਦੋਂ ਫੌਜਾ ਸਿੰਘ ਸੈਰ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਪੁਲਿਸ ਨੇ ਫੌਜਾ ਸਿੰਘ ਦੇ ਪੁੱਤਰ ਧਰਮਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫੌਜਾ ਸਿੰਘ ਜਲੰਧਰ ਦੇ ਨੇੜਲੇ ਬਿਆਸ ਪਿੰਡ ਵਿਚ ਆਪਣੇ ਪੁੱਤਰ ਨਾਲ ਰਹਿੰਦੇ ਸਨ। ਫੌਜਾ ਸਿੰਘ ਨੇ 80 ਸਾਲ ਦੀ ਉਮਰ ਵਿਚ ਦੌੜਨਾ ਸ਼ੁਰੂ ਕੀਤਾ ਸੀ। ਫੌਜਾ ਸਿੰਘ ਨੇ ਐਥਲੀਟ ਦੇ ਖੇਤਰ ਵਿਚ ਅਨੇਕਾਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਉਨ੍ਹਾਂ ਨੂੰ ਅਨੇਕਾਂ ਹੀ ਸਨਮਾਨ ਮਿਲੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੌਜਾ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਹੈ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਯਾਦ ਕੀਤਾ ਹੈ।  ਮੋਦੀ ਨੇ ਕਿਹਾ ਕਿ ਫੌਜਾ ਸਿੰਘ ਦਿ੍ਰੜ ਇਰਾਦੇ ਵਾਲੇ ਅਥਲੀਟ ਸਨ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਬਹੁਤ ਸਾਰੇ ਧਾਰਮਿਕ ਅਤੇ ਸਿਆਸੀ ਆਗੂਆਂ ਨੇ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ। 

 

ਵਿਦੇਸ਼ ਮੰਤਰਾਲੇ ਨੇ ਭਗਵੰਤ ਮਾਨ ਦੇ ਬਿਆਨ ਨੂੰ ਦੱਸਿਆ ਅਫਸੋਸਨਾਕ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ ਹਨ। ਮਾਨ ਨੇ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਸੀ ਕਿ ਉਹ 10 ਹਜ਼ਾਰ ਦੀ ਆਬਾਦੀ ਵਾਲੇ ਦੇਸ਼ ਤੋਂ ਮਿਲੇ ਵਿਦੇਸ਼ੀ ਸਨਮਾਨ ਦਾ ਜਸ਼ਨ ਮਨਾਉਂਦੇ ਹਨ ਜਦੋਂ ਕਿ ਦੇਸ਼ ਦੇ ਜ਼ਰੂਰੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਦੇ ਹਨ। ਮਾਨ ਨੇ ਕਿਹਾ ਸੀ ਕਿ ਜਿਨ੍ਹਾਂ ਦੇਸ਼ਾਂ ਵਿੱਚ ਪ੍ਰਧਾਨ ਮੰਤਰੀ ਜਾ ਰਹੇ ਹਨ, ਉਨ੍ਹਾਂ ਦੀ ਆਬਾਦੀ 10 ਹਜ਼ਾਰ ਹੈ ਅਤੇ ਉਨ੍ਹਾਂ ਨੂੰ ਉੱਥੇ ਸਭ ਤੋਂ ਵੱਡਾ ਪੁਰਸਕਾਰ ਮਿਲਿਆ। ਮਾਨ ਨੇ ਕਿਹਾ ਕਿ ਇੱਥੇ 10 ਹਜ਼ਾਰ ਵਿਅਕਤੀ ਜੇ.ਸੀ.ਬੀ. ਮਸ਼ੀਨ ਦੇਖਣ ਲਈ ਇਕੱਠੇ ਹੋ ਜਾਂਦੇ ਹਨ। ਇਸਦੇ ਚੱਲਦਿਆਂ ਵਿਦੇਸ਼ ਮੰਤਰਾਲੇ ਨੇ ਸੀਐਮ ਭਗਵੰਤ ਮਾਨ ਦੇ ਬਿਆਨ ਨੂੰ ਗੈਰਜ਼ਿੰਮੇਵਾਰਾਨਾ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਅਜਿਹੇ ਬਿਆਨ ਕਿਸੇ ਸੂਬੇ ਦੇ ਮੁਖੀ ਨੂੰ ਸ਼ੋਭਾ ਨਹੀਂ ਦਿੰਦੇ। 

 

 

ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ’ਚ ਜੇਲ੍ਹ ਵਿਚ ਬੰਦ ਹਨ ਮਜੀਠੀਆ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਜੀਠਾ ਸਥਿਤ ਦਫਤਰ ਅਤੇ ਅੰਮਿ੍ਰਤਸਰ ਦੇ ਗਰੀਨ ਐਵੇਨਿਊ ਸਥਿਤ ਘਰ ’ਚ ਵਿਜੀਲੈਂਸ ਦੀ ਟੀਮ ਨੇ ਫਿਰ ਛਾਪਾ ਮਾਰਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਵਲੋਂ ਇਹ ਕਾਰਵਾਈ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਮਜੀਠੀਆ ਦੇ ਦਫਤਰ ਦੀ ਪੂਰੀ ਇਮਾਰਤ ਦੀ ਪੈਮਾਇਸ਼ ਕੀਤੀ ਹੈ। ਇਸੇ ਦੌਰਾਨ ਪੰਜਾਬ ਪੁਲਿਸ ਨੇ ਵਿਜੀਲੈਂਸ ਦੀ ਰੇਡ ਨੂੰ ਦੇਖਦਿਆਂ ਇਲਾਕੇ ਵਿਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਸਨ ਅਤੇ ਕਿਸੇ ਨੂੰ ਵੀ ਅੱਗੇ ਨਹੀਂ ਸੀ ਜਾਣ ਦਿੱਤਾ ਜਾ ਰਿਹਾ।  ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ’ਚ ਬੰਦ ਹੈ।  

 

 

ਪ੍ਰਤਾਪ ਸਿੰਘ ਬਾਜਵਾ ਨੇ ਮੰਤਰੀਆਂ ਖਿਲਾਫ ਕੀਤੀ ਸੀ ਸ਼ਿਕਾਇਤ

ਚੰਡੀਗੜ੍ਹ/ਬਿਊਰੋ ਨਿਊਜ਼  

ਸਾਈਬਰ ਸੈੱਲ ਨੇ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਵਿਰੁੱਧ ਵੀਡੀਓ ਨਾਲ ਛੇੜਛਾੜ ਕਰਨ ਅਤੇ ਇਸਨੂੰ ਚਲਾਉਣ ਦੇ ਆਰੋਪ ਵਿੱਚ ਮਾਮਲਾ ਦਰਜ ਕਰਵਾਇਆ ਹੈ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਦੇ ਸੈਕਟਰ-3 ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਦੱਸਣਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਆਗੂਆਂ ਖਿਲਾਫ ਸ਼ਿਕਾਇਤ ਦਿੰਦਿਆਂ ਕਿਹਾ ਸੀ ਕਿ ਇਨ੍ਹਾਂ ਆਗੂਆਂ ਨੇ ਜਾਣਬੁੱਝ ਕੇ ਉਨ੍ਹਾਂ ਦੀ ਅਧਿਕਾਰਤ ਵੀਡੀਓ ਨਾਲ ਛੇੜਛਾੜ ਕੀਤੀ ਹੈ। ਬਾਜਵਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਵਿਧਾਇਕ ਗਨੀਵ ਕੌਰ ਮਜੀਠੀਆ ਦੀ ਸਰਕਾਰੀ ਰਿਹਾਇਸ਼ ’ਤੇ ਵਿਜੀਲੈਂਸ ਵਲੋਂ ਮਾਰੇ ਗਏ ਛਾਪੇ ਸਬੰਧੀ ਬਿਆਨ ਦਿੱਤਾ ਸੀ, ਪਰ ‘ਆਪ’  ਆਗੂਆਂ ਨੇ ਗਨੀਵ ਕੌਰ ਦਾ ਨਾਂ ਐਡਿਟ ਕਰ ਦਿੱਤਾ ਅਤੇ ਇਸ ਨੂੰ ਇਸ ਤਰ੍ਹਾਂ ਪੇਸ਼ ਕੀਤਾ ਕਿ ਜਿਵੇਂ ਉਨ੍ਹਾਂ ਨੇ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਦਾ ਵਿਰੋਧ ਕੀਤਾ ਹੋਵੇ।

 

 

ਸੰਦੋਆ ਨੇ ‘ਆਪ’ ਦੇ ਵਿਧਾਇਕ ਦਿਨੇਸ਼ ਚੱਢਾ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਅੱਜ ਸ਼ੁਰੂਆਤ ਮੌਕੇ ਆਮ ਆਦਮੀ ਪਾਰਟੀ ਦੇ ਮੁਅੱਤਲ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੇ ਸਮਰਥਕਾਂ ਨਾਲ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪੁਲਿਸ ਨੇ ਸੰਦੋਆ ਅਤੇ ਉਹਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਹਾਲ ਹੀ ਵਿੱਚ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਪਾਰਟੀ ਵਲੋਂ ਮੁਅੱਤਲ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਖੁੱਲ੍ਹ ਕੇ ਪਾਰਟੀ ਵਿਰੁੱਧ ਮੋਰਚਾ ਖੋਲ੍ਹਿਆ ਹੈ। ਸੰਦੋਆ ਨੇ ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਸੰਦੋਆ ਨੇ ਆਪਣੇ ਇੱਕ ਦਰਜਨ ਸਾਥੀਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਆਪਣੀ ਪਾਰਟੀ ਦੇ ਵਿਧਾਇਕ ਵਿਰੁੱਧ ਨਾਅਰੇ ਲਾਏ। ਇਸੇ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਸਥਿਤੀ ਨੂੰ ਕਾਬੂ ਵਿੱਚ ਲਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਵਿਧਾਨ ਸਭਾ ਕੰਪਲੈਕਸ ਤੋਂ ਪਾਸੇ ਕਰ ਦਿੱਤਾ।

 

 

ਹੁਣ 14 ਅਤੇ 15 ਜੁਲਾਈ ਨੂੰ ਵੀ ਇਜਲਾਸ ਚਲੇਗਾ

ਚੰਡੀਗੜ੍ਹ/ਬਿਊਰੋ ਨਿਊਜ਼   

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਰ ਦੋ ਦਿਨਾਂ ਲਈ ਵਧਾ ਦਿੱਤਾ ਗਿਆ ਹੈ। ਇਹ ਦੋ ਦਿਨਾ ਵਿਸ਼ੇਸ਼ ਇਜਲਾਸ ਪਹਿਲਾਂ ਅੱਜ 11 ਜੁਲਾਈ ਨੂੰ ਖਤਮ ਹੋਣਾ ਸੀ। ਇਜਲਾਸ ਦੇ ਅੱਜ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਰਿਪੋਰਟ ਪੇਸ਼ ਕਰਦਿਆਂ ਵਿਧਾਨ ਸਭਾ ਇਜਲਾਸ ਨੂੰ ਦੋ ਦਿਨਾਂ ਲਈ ਵਧਾ ਦਿੱਤਾ ਹੈ।  ਹੁਣ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 14 ਤੇ 15 ਜੁਲਾਈ ਨੂੰ ਵੀ ਚੱਲੇਗਾ। ਇਸੇ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ੇਸ਼ ਸੈਸ਼ਨ ਦੌਰਾਨ ਸਿਫਰ ਕਾਲ ਨਾ ਸੱਦੇ ਜਾਣ ਦਾ ਵਿਰੋਧ ਕੀਤਾ। ਕਾਂਗਰਸੀ ਵਿਧਾਇਕਾਂ ਨੇ ਸਦਨ ਦੇ ਐਨ ਵਿਚਾਲੇ ਪਹੁੰਚ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਨੂੰ ਲੈ ਕੇ ਵਧੇਰੇ ਮਾਮਲੇ ਚੱਲ ਰਹੇ ਹਨ, ਜਿਸ ’ਤੇ ਸਿਫਰ ਕਾਲ ਵਿੱਚ ਗੱਲ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

 

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ/ਬਿਊਰੋ ਨਿਊਜ਼       

ਪੰਜਾਬ ਵਿਧਾਨ ਸਭਾ ਵਿਚ ਅੱਜ ਮੰਗਲਵਾਰ ਨੂੰ ਸਦਨ ਨੇ ਬੇਅਦਬੀ ਖਿਲਾਫ ਬਿੱਲ ’ਤੇ ਲੋਕ ਰਾਏ ਲੈਣ ਲਈ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਮਸ਼ਵਰਾ ਦਿੱਤਾ ਸੀ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਲੈਕਟ ਕਮੇਟੀ ਦਾ ਗਠਨ ਕਰਨ ਅਤੇ ਇਸ ਕਮੇਟੀ ਵੱਲੋਂ 6 ਮਹੀਨੇ ਵਿਚ ਰਿਪੋਰਟ ਦਿੱਤੇ ਜਾਣ ਦੀ ਗੱਲ ਕਹੀ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਚੌਥੇ ਤੇ ਆਖਰੀ ਦਿਨ ਸਦਨ ਵਿਚ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁਧ ਅਪਰਾਧ ਰੋਕਥਾਮ ਬਿੱਲ 2025’ ਉੱਤੇ ਚਰਚਾ ਹੋਈ। ਬੇਅਦਬੀ ਖਿਲਾਫ ਬਿੱਲ ’ਤੇ ਚਰਚਾ ਦੀ ਸ਼ੁਰੂਆਤ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀ ਗਈ। ਉਨ੍ਹਾਂ ਅਜਿਹੇ ਮਾਮਲਿਆਂ ਦੀ ਸਮਾਂਬੱਧ ਜਾਂਚ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਜਾਂਚ 30 ਦਿਨਾਂ ਵਿੱਚ ਪੂਰੀ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਬਾਜਵਾ ਨੇ ਬੇਅਦਬੀ ਦੀਆਂ ਘਟਨਾਵਾਂ ’ਤੇ ਕਾਰਵਾਈ ਲਈ ਸੂਬਾ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਉੱਤੇ ਸਵਾਲ ਵੀ ਚੁੱਕੇ। ਇਸਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਵੀ ਕਰ ਦਿੱਤੀ ਗਈ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਕਾਂਗਰਸ ’ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਦੂਜੇ ਦਿਨ ਹੰਗਾਮਿਆਂ ਭਰਪੂਰ ਰਿਹਾ ਹੈ  ਅਤੇ ਦੁਪਹਿਰ 2 ਵੱਜ ਕੇ 20 ਮਿੰਟ ’ਤੇ ਇਜਲਾਸ ਨੂੰ ਸੋਮਵਾਰ ਤੱਕ ਉਠਾ ਦਿੱਤਾ ਗਿਆ। ਅੱਜ ਦੂਜੇ ਦਿਨ ਇਜਲਾਸ ਦੀ ਕਾਰਵਾਈ ਦੌਰਾਨ ਜਿੱਥੇ ਵਿਰੋਧੀ ਧਿਰ ਨੇ ਖੂਬ ਹੰਗਾਮਾ ਕੀਤਾ, ਉਥੇ ਹੀ  ਬੀ.ਬੀ.ਐਮ.ਬੀ. ਅਤੇ ਸੀ.ਆਈ.ਐਸ.ਐਫ. ਨੂੰ ਡੈਮਾਂ ਦੀ ਸੁਰੱਖਿਆ ਨਾ ਦੇਣ ਦਾ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਇਸਦੇ ਨਾਲ ਹੀ ਹੋਰ ਵੀ ਕਈ ਮਤੇ ਪੇਸ਼ ਕੀਤੇ ਗਏ। ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਨੋਕ ਝੋਕ ਵੀ ਹੋਈ। ਸੀਐਮ ਨੇ ਪਾਣੀਆਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਸਾਨੂੰ ਆਪਸ ਵਿਚ ਲੜਾ ਕੇ ਸਾਡੇ ਹੱਕ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਾਲ ਸਾਡੀਆਂ ਰਿਸ਼ਤੇਦਾਰੀਆਂ ਵੀ ਹਨ। ਮਾਨ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰਿਆਂ ਨੂੰ ਲੈ ਕੇ ਵੀ ਤਨਜ  ਕਸਿਆ। ਇਸੇ ਦੌਰਾਨ ਸਦਨ ਵਿਚ ਕਾਰਵਾਈ ਦੌਰਾਨ ਵਿਰੋਧੀ ਧਿਰ ਵਲੋਂ ਕੀਤੇ ਜਾ ਰਹੇ ਹੰਗਾਮੇ ਤੋਂ ਬਾਅਦ ਸਦਨ ਨੂੰ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ। ਹੁਣ ਸਦਨ ਦੀ ਕਾਰਵਾਈ ਸੋਮਵਾਰ ਦੁਪਹਿਰ ਤੋਂ ਸ਼ੁਰੂ ਹੋਵੇਗੀ ਅਤੇ ਕਈ ਮੁੱਦਿਆਂ ’ਤੇ ਬਹਿਸ ਵੀ ਹੋਵੇਗੀ। ਸੰਧਵਾਂ ਨੇ ਦੱਸਿਆ ਕਿ 14 ਅਤੇ 15 ਜੁਲਾਈ ਨੂੰ ਵਿਧਾਨਿਕ ਅਤੇ ਹੋਰ ਕੰਮਕਾਰ ਹੋਣਗੇ। 

 

ਸੰਜੇ ਰਾਊੁਤ ਨੇ ਕਿਹਾ : ਨਰਿੰਦਰ ਮੋਦੀ ਵੀ 75 ਸਾਲ ਦੇ ਹੋ ਰਹੇ 

ਨਵੀਂ ਦਿੱਲੀ/ਬਿਊਰੋ ਨਿਊਜ਼  

ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ 75 ਸਾਲ ਦੀ ਉਮਰ ਹੋਣ ਤੋਂ ਬਾਅਦ ਸਿਆਸਤ ਵਿਚ ਦੂਜਿਆਂ ਨੂੰ ਵੀ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ 75 ਸਾਲ ਦੀ ਉਮਰ ਹੋਣ ’ਤੇ ਸ਼ਾਲ ਦਿੱਤੀ ਜਾਂਦੀ ਹੈ ਤਾਂ ਇਸਦਾ ਮਤਲਬ ਹੋਣਾ ਚਾਹੀਦਾ ਹੈ ਕਿ ਸਾਡੀ ਉਮਰ ਹੋ ਚੁੱਕੀ ਹੈ ਅਤੇ ਹੁਣ ਥੋੜ੍ਹਾ ਕਿਨਾਰੇ ਹੋਣਾ ਚਾਹੀਦਾ ਹੈ। ਭਾਗਵਤ ਨੇ ਇਹ ਗੱਲਾਂ ਨਾਗਪੁਰ ’ਚ ਇਕ ਸਮਾਗਮ ਦੌਰਾਨ ਕਹੀਆਂ ਹਨ। ਮੋਹਨ ਭਾਗਵਤ ਨੇ ਆਪਣੇ ਬਿਆਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਨਹੀਂ ਲਿਆ, ਪਰ ਸਿਆਸੀ ਵਿਰੋਧੀ ਇਸ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਜੋੜ ਰਹੇ ਹਨ। ਦੱਸਣਯੋਗ ਹੈ ਕਿ ਨਰਿੰਦਰ ਮੋਦੀ ਅਤੇ ਮੋਹਨ ਭਾਗਵਤ ਇਸ ਸਾਲ ਸਤੰਬਰ ਮਹੀਨੇ 75 ਸਾਲ ਦੇ ਹੋ ਜਾਣਗੇ। ਉਧਰ ਦੂਜੇ ਪਾਸੇ ਸ਼ਿਵ ਸੈਨਾ ਆਗੂ ਸੰਜੇ ਰਾਊਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਜਸਵੰਤ ਸਿੰਘ ਵਰਗੇ ਬੜੇ ਆਗੂਆਂ ਨੂੰ ਜ਼ਬਰੀ ਰਿਟਾਇਰਮੈਂਟ ਕਰਵਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਹੁਣ ਦੇਖਦੇ ਹਾਂ ਕਿ ਕੀ ਨਰਿੰਦਰ ਮੋਦੀ ਇਸ ਦਾ ਖੁਦ ਪਾਲਣ ਕਰਨਗੇ ਜਾਂ ਨਹੀਂ।

 

 

 

20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ

ਚੰਡੀਗੜ੍ਹ/ਬਿਊਰੋ ਨਿਊਜ਼

ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਲਈ ਇਕ ਡਰੈਸ ਕੋਡ ਨਿਰਧਾਰਤ ਕਰ ਦਿੱਤਾ ਹੈ, ਜਿਸ ਨੂੰ 20 ਜੁਲਾਈ ਨੂੰ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਤਹਿਤ ਸਕੂਲਾਂ ਵਿਚ ਪੁਰਸ਼ ਅਧਿਆਪਕਾਂ ਲਈ ਫਾਰਮਲ ਅਤੇ ਮਹਿਲਾ ਅਧਿਆਪਕਾਂ ਲਈ ਸਲਵਾਰ-ਕਮੀਜ਼ ਨਿਰਧਾਰਤ ਕੀਤਾ ਗਿਆ ਹੈ। ਚੰਡੀਗੜ੍ਹ ਸਕੂਲ ਸਿੱਖਿਆ ਦੇ ਡਾਇਰੈਕਟਰ ਹਰਸੁਹਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਸਕੂਲਾਂ ਵਿਚ ਅਧਿਆਪਕਾਂ ਦੇ ਲਈ ਡਰੈਸ ਕੋਡ ਆਉਂਦੀ 20 ਜੁਲਾਈ ਤੋਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਆਪਕਾਂ ਲਈ ਡਰੈਸ ਕੋਡ ਲਾਗੂ ਕਰਨ ਦੇ ਬਦਲਾਅ ਨਾਲ ਚੰਡੀਗੜ੍ਹ ਸਰਕਾਰੀ ਸਕੂਲਾਂ ਵਿਚ ਇਸ ਨੂੰ ਲਾਗੂ ਕਰਨ ਵਾਲਾ ਪਹਿਲਾ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਬਣ ਜਾਵੇਗਾ। ਇਹ ਵੀ ਦੱਸਣਯੋਗ ਹੈ ਕਿ ਅਧਿਆਪਕਾਂ ਨੂੰ ਇਹ ਡਰੈਸ ਹਰ ਸੋਮਵਾਰ ਪਹਿਨਣੀ ਹੋਵੇਗੀ ਅਤੇ ਜਾਂ ਫਿਰ ਵਿਸ਼ੇਸ਼ ਮੌਕਿਆਂ ’ਤੇ ਵੀ ਇਹ ਡਰੈਸ ਕੋਡ ਲਾਗੂ ਕੀਤਾ ਜਾ ਸਕਦਾ ਹੈ। 

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.