Thursday, 28 May 2026

ਕਿਹਾ : ਆਮ ਆਦਮੀ ਪਾਰਟੀ ਦੀ ਸਰਕਾਰ ਖੋਹ ਰਹੀ ਹੈ ਕਿਸਾਨਾਂ ਦੇ ਹੱਕ

ਜਲੰਧਰ/ਬਿਊਰੋ ਨਿਊਜ਼ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਸਵਾਲ ਚੁੱਕੇ ਹਨ। ਜਲੰਧਰ ਪਹੁੰਚੇ ਵਿਜੇ ਸਾਂਪਲਾ ਨੇ ਕਿਹਾ ਕਿ ‘ਆਪ’ ਸਰਕਾਰ ਦੀ ਨੀਤੀ ਗਰੀਬ ਕਿਸਾਨਾਂ ਦੇ ਹਿੱਤਾਂ ’ਤੇ ਸਿੱਧਾ ਹਮਲਾ ਹੈ। ਵਿਜੇ ਸਾਂਪਲਾ ਨੇ ਕਿਹਾ ਕਿ ਇਸ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਗਰੀਬ ਕਿਸਾਨ ਨਾ ਤਾਂ ਆਪਣੀ ਜ਼ਮੀਨ ਵੇਚ ਸਕੇਗਾ ਅਤੇ ਨਾ ਹੀ ਉਸ ’ਤੇ ਕਰਜ਼ਾ ਲੈ ਸਕੇਗਾ। ਇਸ ਨੀਤੀ ਨਾਲ ਕਿਸਾਨਾਂ ਦੀ ਆਰਥਿਕ ਆਜ਼ਾਦੀ ਵੀ ਖਤਮ ਹੋ ਜਾਵੇਗੀ। ਭਾਜਪਾ ਆਗੂ ਨੇ ਕਿਹਾ ਕਿ ਸਰਕਾਰ ਦਾ ਕੰਮ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੇਣਾ ਹੁੰਦਾ ਹੈ, ਨਾ ਕਿ ਉਨ੍ਹਾਂ ਦੇ ਹੱਕ ਖੋਹਣਾ। ਸਾਂਪਲਾ ਨੇ ਮੰਗ ਕੀਤੀ ਕਿ ਸਰਕਾਰ ਇਸ ਨੀਤੀ ’ਤੇ ਦੁਬਾਰਾ ਵਿਚਾਰ ਕਰੇ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰੇ। ਉਨ੍ਹਾਂ ਸਰਕਾਰ ਦੇ ਇਸ ਕੰਮ ਨੂੰ ਵਿਨਾਸ਼ਕਾਰੀ ਦੱਸਿਆ ਹੈ ਅਤੇ ਕਿਹਾ ਕਿ ਸਾਡੀ ਪਾਰਟੀ ਕਿਸਾਨਾਂ ਨਾਲ ਹਮੇਸ਼ਾ ਖੜ੍ਹੀ ਹੈ। 

 

 

ਦਸੂਹਾ/ਬਿਊਰੋ ਨਿਊਜ਼  

ਦਸੂਹਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸੀਐਮ ਮਾਨ ਨੇ ਇਸ ਸੜਕ ਹਾਦਸੇ ਵਿਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਇਸੇ ਦੌਰਾਨ ਹਲਕਾ ਦਸੂਹਾ ਤੋਂ ਵਿਧਾਇਕ ਕਰਮਜੀਤ ਸਿੰਘ ਘੁੰਮਣ ਹੋਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਫੋਨ ਕਾਲ ਦੁਆਰਾ ਉਨ੍ਹਾਂ ਤੋਂ ਸੜਕ ਹਾਦਸੇ ਸਬੰਧੀ ਜਾਣਕਾਰੀ ਹਾਸਲ ਕੀਤੀ ਹੈ। ਸੀਐਮ ਮਾਨ ਨੇ ਇਸ ਹਾਦਸੇ ਦੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਮੱਦਦ ਦਾ ਭਰੋਸਾ ਵੀ ਦਿੱਤਾ ਹੈ। 

 

 

ਮੰਡੀ ਗੋਬਿੰਦਗੜ੍ਹ, 8 ਜੁਲਾਈ : ਵਿਦਿਅਕ ਉੱਤਮਤਾ ਦੇ ਇੱਕ ਸ਼ਾਨਦਾਰ ਜਸ਼ਨ ਵਿੱਚ, ਦੇਸ਼ ਭਗਤ ਗਲੋਬਲ ਸਕੂਲ ਦੇ ਅਧਿਆਪਕਾਂ ਨੂੰ ਲੁਧਿਆਣਾ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿੱਚ ਕਰਵਾਏ ‘ਦਿ ਐਜੂਕੇਟਰ ਪਿਨੈਕਲ ਐਵਾਰਡਜ਼ - 2025’ ਵਿੱਚ ਸਨਮਾਨਿਤ ਕੀਤਾ ਗਿਆ। ਇਸ ਵੱਕਾਰੀ ਸਮਾਗਮ ਨੇ ਖੇਤਰ ਦੇ ਚੋਟੀ ਦੇ ਅਧਿਆਪਕਾਂ ਅਤੇ  ਸਿੱਖਿਆ ਸੰਸਥਾਵਾਂ ਨੂੰ ਇਕੱਠਾ ਕੀਤਾ।

ਸਕੂਲ ਲਈ ਇੱਕ ਮਾਣ ਵਾਲੀ ਗੱਲ ਇਹ ਹੈ ਕਿ ਦੇਸ਼ ਭਗਤ ਗਲੋਬਲ ਸਕੂਲ ਦੀ ਪ੍ਰਿੰਸੀਪਲ ਇੰਦੂ ਸ਼ਰਮਾ ਨੂੰ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਅਤੇ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਪ੍ਰਿੰਸੀਪਲ ਐਵਾਰਡ ਪ੍ਰਾਪਤ ਹੋਇਆ। ਉਨ੍ਹਾਂ ਦੇ ਨਾਲ, ਸਕੂਲ ਦੇ ਅੱਠ ਪ੍ਰਸਿੱਧ ਅਧਿਆਪਕਾਂ ਨੂੰ ਵੀ ਸਰਵੋਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ, ਜੋ ਕਿ ਉਨ੍ਹਾਂ ਦੇ ਸਮਰਪਣ, ਨਵੀਨਤਾ ਅਤੇ ਸਿੱਖਿਆ ਵਿੱਚ ਉੱਤਮਤਾ ਦਾ ਪ੍ਰਮਾਣ ਹੈ।

ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਸਨ। ਸਮਾਗਮ ਸ੍ਰੀ ਮਨੀਸ਼ ਗੁਪਤਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਰੋਹ ਵਿੱਚ ਕਈ ਪ੍ਰਿੰਸੀਪਲ ਡਾਇਰੈਕਟਰਾਂ, ਸਿੱਖਿਆ ਸ਼ਾਸਤਰੀਆਂ ਅਤੇ ਪਤਵੰਤਿਆਂ ਦੀ ਮੌਜੂਦਗੀ ਵੇਖੀ ਗਈ, ਜਿਨ੍ਹਾਂ ਨੇ ਇਸ ਮੌਕੇ ਦੀ ਸ਼ਾਨ ਨੂੰ ਵਧਾਇਆ।

ਇਹ ਪੁਰਸਕਾਰ ਸਮਾਰੋਹ ਨਾ ਸਿਰਫ਼ ਮਾਨਤਾ ਪ੍ਰਾਪਤ ਕਰਨ ਲਈ ਇੱਕ ਪਲੇਟਫਾਰਮ ਸੀ, ਸਗੋਂ ਇੱਕ ਸੱਭਿਆਚਾਰਕ ਜਸ਼ਨ ਵੀ ਸੀ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੁਆਰਾ ਆਪਣੀ ਸਿਰਜਣਾਤਮਕਤਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਮਨਮੋਹਕ ਪ੍ਰਦਰਸ਼ਨ ਕੀਤੇ ਗਏ।

ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਇੰਦੂ ਸ਼ਰਮਾ ਅਤੇ ਦੇਸ਼ ਭਗਤ ਗਲੋਬਲ ਸਕੂਲ ਦੇ ਸਾਰੇ ਪੁਰਸਕਾਰ ਜੇਤੂ ਅਧਿਆਪਕਾਂ ਨੂੰ ਵਧਾਈ ਦਿੱਤੀ।

 

 

ਦਸੂਹਾ/ਬਿਊਰੋ ਨਿਊਜ਼ 

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 32 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਗਿਆ ਹੈ ਕਿ ਟੱਕਰ ਏਨੀ ਭਿਆਨਕ ਸੀ ਕਿ ਬੱਸ ਵਿੱਚੋਂ ਮਿ੍ਰਤਕਾਂ ਤੇ ਜ਼ਖਮੀਆਂ ਨੂੰ ਬਾਹਰ ਕੱਢਣ ਲਈ ਜੇ.ਸੀ.ਬੀ. ਦੀ ਸਹਾਇਤਾ ਲੈਣੀ ਪਈ। ਇਸ ਦੌਰਾਨ ਜ਼ਖਮੀਆਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਹਲਕਾ ਦਸੂਹਾ ਦੇ ਵਿਧਾਇਕ ਕਰਮਬੀਰ ਘੁੰਮਣ ਅਤੇ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਅਸ਼ਿਕਾ ਜੈਨ ਵੀ ਹਾਲਾਤ ਦਾ ਜਾਇਜ਼ਾ ਲੈਣ ਪਹੁੰਚੇ।

 

ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਆਵਾਜ਼ ਉਠਾਈ ਹੈ। ਭਗਵੰਤ ਮਾਨ ਨੇ ਦਿਲਜੀਤ ਦੀ ਫਿਲਮ ਦੇ ਹੋ ਰਹੇ ਵਿਰੋਧ ’ਤੇ ਚਿੰਤਾ ਜਤਾਈ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦਾ ਕਲਚਰ ਸਾਂਝਾ ਹੈ ਅਤੇ ਦਿਲਜੀਤ ਵਰਗੇ ਕਲਾਕਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਕਲਾਕਾਰਾਂ ਕਰਕੇ ਦਿਲਜੀਤ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪਰ ਇਹ ਫਿਲਮ ਪਹਿਲਗਾਮ ਹਮਲੇ ਤੋਂ ਪਹਿਲਾਂ ਸ਼ੂਟ ਹੋਈ ਸੀ। ਉਨ੍ਹਾਂ ਕਿਹਾ ਕਿ ਦਿਲਜੀਤ ਦੋਸਾਂਝ ਵਰਗੇ ਕਲਾਕਾਰਾਂ ਨੇ ਹਮੇਸ਼ਾ ਪੰਜਾਬੀਅਤ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ ਹੈ, ਇਸ ਲਈ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਮਾਨ ਨੇ ਸਵਾਲ ਕੀਤਾ ਕਿ ਸਾਡੇ ਪੰਜਾਬ ਦੇ ਮੁੰਡੇ ਦੀ ਫਿਲਮ ਦਾ ਤਾਂ ਵਿਰੋਧ ਹੋ ਰਿਹਾ ਹੈ, ਪਰ ਹੁਣ ਜਦੋਂ ਪਾਕਿਸਤਾਨ ਦੀ ਹਾਕੀ ਟੀਮ ਭਾਰਤ ਖੇਡਣ ਆ ਰਹੀ ਹੈ, ਤਾਂ ਕੋਈ ਵਿਰੋਧ ਕਿਉਂ ਨਹੀਂ ਕਰ ਰਿਹਾ।

 

 

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਸਰਕਾਰ 10 ਜੁਲਾਈ ਨੂੰ ਬੇਅਦਬੀ ਦੇ ਖਿਲਾਫ ਕਾਨੂੰਨ ਬਣਾਉਣ ਲਈ ਵਿਸ਼ੇਸ਼ ਇਜਲਾਸ ਬੁਲਾ ਰਹੀ ਹੈ, ਪਰ ਪੰਜਾਬ ਕਾਂਗਰਸ ਨੇ ਇਸ ਨੂੰ ਸਿਰਫ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਦੱਸਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ, ਸਰਕਾਰ ਹੁਣ ਤੱਕ ਅਜਿਹੇ ਮਾਮਲਿਆਂ ’ਤੇ ਕਾਰਵਾਈ ਕਿਉਂ ਨਹੀਂ ਕਰ ਸਕੀ। ਵੜਿੰਗ ਨੇ ਕਿਹਾ ਕਿ ਕੀ ਸਰਕਾਰ ਇਹ ਕਹਿਣਾ ਚਾਹੁੰਦੀ ਹੈ ਕਿ ਹੁਣ ਤੱਕ ਬੇਦਅਬੀ ਦੇ ਖਿਲਾਫ ਕੋਈ ਕਾਨੂੰਨ ਨਹੀਂ ਸੀ। ਉਨ੍ਹਾਂ ਆਰੋਪ ਲਗਾਇਆ ਕਿ ਸਰਕਾਰ ਨੇ ਬੇਅਦਬੀ ਦੇ ਮੁੱਦੇ ’ਤੇ ਵੋਟ ਤਾਂ ਲੈ ਲਏ, ਪਰ ਕੋਈ ਠੋਸ ਕਦਮ ਨਹੀਂ ਚੁੱਕਿਆ। ਉਧਰ ਦੂਜੇ ਪਾਸੇ ਸਰਕਾਰ ਦਾ ਕਹਿਣਾ ਹੈ ਕਿ ਹੁਣ ਅਜਿਹੇ ਮਾਮਲਿਆਂ ਨੂੰ ਰੋਕਣ ਦੇ ਲਈ ਪੱਕੇ ਇੰਤਜਾਮ ਕੀਤੇ ਜਾ ਰਹੇ ਹਨ। ਇਸੇ ਦੌਰਾਨ ਅਕਾਲੀ ਦਲ ਦੇ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿਚ ਜਲਦੀ ਇਨਸਾਫ ਮਿਲਣਾ ਚਾਹੀਦਾ ਹੈ।

 

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਜੇਲ੍ਹ ’ਚ ਹਨ ਮਜੀਠੀਆ

ਮੋਹਾਲੀ/ਬਿਊਰੋ ਨਿਊਜ਼ 

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੇ ਵਕੀਲਾਂ ਨੇ ਗਿ੍ਰਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿਚ ਸੋਧ ਕਰਨ ਲਈ ਤਿੰਨ ਹਫਤਿਆਂ ਦਾ ਸਮਾਂ ਮੰਗਿਆ ਸੀ, ਜਿਸ ਨੂੰ ਹਾਈਕੋਰਟ ਨੇ ਸਵੀਕਾਰ ਕਰ ਲਿਆ ਹੈ। ਹੁਣ ਅਗਲੀ ਸੁਣਵਾਈ 29 ਜੁਲਾਈ ਨੂੰ ਮੁੜ ਹੋਵੇਗੀ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿਚ ਬੰਦ ਹਨ। ਮਜੀਠੀਆ ਦਾ ਪੁਲਿਸ ਰਿਮਾਂਡ 6 ਜੁਲਾਈ ਨੂੰ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਮੋਹਾਲੀ ਅਦਾਲਤ ਨੇ ਉਨ੍ਹਾਂ ਨੂੰ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੀਆਂ ਬੈਰਕਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾ ਦਿੱਤੇ ਹਨ ਅਤੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਕੋਈ ਵਿਸ਼ੇਸ਼ ਸਹੂਲਤਾਂ ਨਹੀਂ ਦਿੱਤੀਆਂ ਜਾਣਗੀਆਂ। ਸਰਕਾਰੀ ਵਕੀਲ ਅਨੁਸਾਰ ਮਾਮਲੇ ਦੀ ਅਗਲੀ ਸੁਣਵਾਈ ਹੁਣ 29 ਜੁਲਾਈ ਨੂੰ ਹੋਵੇਗੀ।   

 

ਬੇਅਦਬੀਆਂ ਖਿਲਾਫ ਬਿੱਲ ਲਿਆ ਸਕਦੀ ਹੈ ਪੰਜਾਬ ਸਰਕਾਰ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ 10 ਅਤੇ 11 ਜੁਲਾਈ ਨੂੰ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਸ ਇਜਲਾਸ ਦੌਰਾਨ ਧਾਰਮਿਕ ਗਰੰਥਾਂ ਦੀ ‘ਬੇਅਦਬੀ’ ਰੋਕਣ ਲਈ ਬਿੱਲ ਲਿਆਂਦਾ ਜਾ ਸਕਦਾ ਹੈ, ਜਿਸ ਨੂੰ ਵਿਧਾਨ ਸਭਾ ਵਿਚ ਪਾਸ ਕਰਵਾਇਆ ਜਾਵੇਗਾ। ਸੂਬਾ ਸਰਕਾਰ ਵਲੋਂ ਇਸ ਬਿੱਲ ਵਿਚ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਲਈ ਸਖਤ ਤੋਂ ਸਖਤ ਸਜ਼ਾਵਾਂ ਯਕੀਨੀ ਬਣਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਦਅਬੀ ਖਿਲਾਫ ਸਖਤ ਸਜ਼ਾਵਾਂ ਯਕੀਨੀ ਬਣਾਉਣ ਲਈ ਕਾਨੂੰਨ ਲਿਆਉਣ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਾਨੂੰੂਨ ਦਾ ਖਰੜਾ ਤਿਆਰ ਕਰਨ ਵਿਚ ਧਾਰਮਿਕ ਜਥੇਬੰਦੀਆਂ ਸਮੇਤ ਸਾਰੇ ਸਬੰਧਤ ਭਾਈਵਾਲਾਂ ਨਾਲ ਸਲਾਹ ਮਸ਼ਵਰਾ ਕੀਤਾ ਜਾਵੇਗਾ ਅਤੇ ਇਨ੍ਹਾਂ ਦੇ ਵਿਚਾਰਾਂ ਨੂੰ ਕਾਨੂੰਨ ਵਿਚ ਸ਼ਾਮਲ ਕੀਤਾ ਜਾਵੇਗਾ।

 

 

ਵਿਧਾਨ ਸਭਾ ਦਾ ਇਜਲਾਸ ਵਧਾਉਣ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਚਿੱਠੀ ਲਿਖੀ ਹੈ। ਬਾਜਵਾ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ’ਚ ਚਿੰਤਾਜਨਕ ਕਾਨੂੰਨ ਵਿਵਸਥਾ ਅਤੇ ਵਿਗੜਦੇ ਹਾਲਾਤਾਂ ਦਾ ਜ਼ਿਕਰ ਕੀਤਾ ਗਿਆ ਹੈ। ਬਾਜਵਾ ਨੇ ਸੂੁਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਤਰਨਾਕ ਪ੍ਰਭਾਵਾਂ ’ਤੇ ਚਰਚਾ ਕਰਨ ਦੀ ਗੱਲ ਵੀ ਕਹੀ ਹੈ। ਬਾਜਵਾ ਨੇ ਕਿਹਾ ਕਿ ਇਹ ਜਨਤਕ ਚਿੰਤਾ ਦੇ ਜ਼ਰੂਰੀ ਮੁੱਦੇ ਹਨ, ਜੋ ਬਹਿਸ ਦੀ ਮੰਗ ਕਰਦੇ ਹਨ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਵਧਾਉਣ ਦੀ ਮੰਗ ਕੀਤੀ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਵਲੋਂ 10 ਅਤੇ 11 ਜੁਲਾਈ ਨੂੰ ਦੋ ਦਿਨਾ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ ਸੱਦਿਆ ਗਿਆ ਹੈ। 

 

2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਦਾ ਵੀ ਕੀਤਾ ਦਾਅਵਾ

ਲੁਧਿਆਣਾ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਅੱਜ ਲੁਧਿਆਣਾ ਜ਼ਿਮਨੀ ਚੋਣ ਦੀ ਜਿੱਤ ਨੂੰ ਲੈ ਕੇ ਧੰਨਵਾਦ ਰੈਲੀ ਕੀਤੀ ਗਈ। ਇਸ ਮੌਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਦਾ ਦਾਅਵਾ ਵੀ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿਚ ਪੰਜਾਬ ਵਿਚ ਭਗਵੰਤ ਮਾਨ ਦੀ ਸਰਕਾਰ ਨੇ ਜ਼ਬਰਦਸਤ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਚੰਗੇ ਕੰਮਾਂ ’ਤੇ ਜਨਤਾ ਨੇ ਮੋਹਰ ਲਗਾਈ ਹੈ। ਕੇਜਰੀਵਾਲ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੀ। ਇਸ ਮੌਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੋਵਾਂ ਨੇ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਵਿਚਾਲੇ ਆਪਸੀ ਸੈਟਿੰਗ ਚੱਲ ਰਹੀ ਹੈ।

ਪੰਜਾਬ ਦਾ ਹਰ ਵਿਅਕਤੀ 10 ਲੱਖ ਰੁਪਏ ਤੱਕ ਕਰਵਾ ਸਕੇਗਾ ਆਪਣਾ ਮੁਫਤ ਇਲਾਜ

ਚੰਡੀਗੜ੍ਹ/ਬਿਊਰੋ ਨਿਊਜ਼    

ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਚੰਡੀਗੜ੍ਹ ’ਚ ਇਸ ਮੌਕੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਵਲੋਂ ਤਿੰਨ ਸਾਲਾਂ ਦੇ ਅੰਦਰ ਹੀ ਲੋਕਾਂ ਦੇ ਲਈ ਮੁਫਤ ਬਿਜਲੀ, ਮੁਫਤ ਸਿੱਖਿਆ ਅਤੇ ਮੁਫਤ ਇਲਾਜ ਦਾ ਬੰਦੋਬਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਪੰਜਾਬ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾਉਣ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਲਈ ਸਿਰਫ ਇਕੋ ਹੀ ਸ਼ਰਤ ਹੈ ਕਿ ਇਲਾਜ ਕਰਵਾਉਣ ਵਾਲਾ ਵਿਅਕਤੀ ਪੰਜਾਬ ਦਾ ਨਾਗਰਿਕ ਹੋਣਾ ਚਾਹੀਦਾ ਹੈ।  ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਸਕੀਮ ਤਿੰਨ ਮਹੀਨਿਆਂ ਦੇ ਅੰਦਰ ਲਾਗੂ ਹੋ ਜਾਵੇਗੀ ਤੇ ਇਸ ਵਿਚ 65 ਲੱਖ ਦੇ ਕਰੀਬ ਪਰਿਵਾਰਾਂ ਦਾ ਕੈਸ਼ਲੈੱਸ ਬੀਮਾ ਕੀਤਾ ਜਾਵੇਗਾ ਤੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਹਰ ਬਿਮਾਰੀ ਦਾ ਮੁਫਤ ਇਲਾਜ ਹੋਵੇਗਾ।   

ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਇਸਦੇ ਚੱਲਦਿਆਂ ਪੁਲਿਸ ਨੇ ਫਰੀਦਕੋਟ ਦੇ ਡੀਐਸਪੀ ਕ੍ਰਾਈਮ ਅਗੇਂਸਟ ਵੂਮੈਨ ਰਾਜਨਪਾਲ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫਤਾਰ ਕਰ ਲਿਆ ਹੈ। ਮੀਡੀਆ ਤੋਂ ਮਿਲ ਰਹੀ ਜਾਣਕਾਰੀ ਮੁਤਾਬਕ ਡੀਐਸਪੀ ਰਾਜਨ ਪਾਲ ਨੇ ਆਪਣੇ ਖਿਲਾਫ ਭਿ੍ਰਸ਼ਟਾਚਾਰ ਦੀ ਸ਼ਿਕਾਇਤ ਰੱਦ ਕਰਨ ਲਈ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਰਾਜਨ ਪਾਲ ਨੇ ਐਸ.ਐਸ.ਪੀ. ਦਫਤਰ ਨੂੰ ਰਿਸ਼ਵਤ ਦੇ ਕੇ ਸ਼ਿਕਾਇਤ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਡੀਐਸਪੀ ਖਿਲਾਫ ਭਿ੍ਰਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਐਫ.ਆਈ.ਆਰ. ਦਰਜ ਕਰਕੇ ਉਸ ਨੂੰ ਗਿ੍ਰਫਤਾਰ ਕਰ ਲਿਆ। ਪੰਜਾਬ ਸਰਕਾਰ ਦੀ ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਵਿਭਾਗੀ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ। 

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.