Thursday, 28 May 2026

ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਸਬੰਧੀ ਕੇਂਦਰ ਸਰਕਾਰ ਦਾ ਪੱਤਰ ਮਿਲਿਆ

ਪਟਿਆਲਾ/ਬਿਊਰੋ ਨਿਊਜ਼ 

ਕਿਸਾਨਾਂ ਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਤੀਜੇ ਗੇੜ ਦੀ ਗੱਲਬਾਤ ਭਲਕੇ ਬੁੱਧਵਾਰ 19 ਮਾਰਚ ਨੂੰ ਚੰਡੀਗੜ੍ਹ ਵਿਚ ਹੋਵੇਗੀ। ਇਸ ਗੱਲਬਾਤ ਲਈ ਕੇਂਦਰ ਸਰਕਾਰ ਵੱਲੋਂ ਦੋਵਾਂ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੂੰ ਪੱਤਰ ਭੇਜਿਆ ਗਿਆ ਹੈ। ਇਸ ਪੱਤਰ ਤਹਿਤ ਤੀਜੇ ਗੇੜ ਦੀ ਇਹ ਬੈਠਕ ਚੰਡੀਗੜ੍ਹ ਵਿਚ ਭਲਕੇ ਸਵੇਰੇ 11 ਵਜੇ ਹੋਵੇਗੀ। ਇਸ ਸਬੰਧੀ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਕ ਵੀਡੀਓ ਸੁਨੇਹੇ ਵਿਚ ਕਿਹਾ ਕਿ ਕੇਂਦਰ ਸਰਕਾਰ ਨਾਲ ਤੀਜੇ ਗੇੜ ਦੀ ਗੱਲਬਾਤ ਸਵੇਰੇ 11 ਵਜੇ ਚੰਡੀਗੜ੍ਹ ਵਿਚ ਸੈਕਟਰ 26 ਵਿਚ ਹੋਵੇਗੀ। ਜ਼ਿਕਰਯੋਗ ਹੈ ਕਿ ਕਿਸਾਨਾਂ ਦਾ ਇਹ ਸੰਘਰਸ਼ ਪਿਛਲੇ ਸਾਲ 13 ਫਰਵਰੀ ਤੋਂ ਜਾਰੀ ਹੈ। 

 

ਜਲੰਧਰ ਵਿੱਚ 4 ਮਈ ਨੂੰ ਵੱਖ-ਵੱਖ ਜਥੇਬੰਦੀਆਂ ਦਾ ਸੈਮੀਨਾਰ ਕਰਵਾਉਣ ਦਾ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼

ਸੰਯੁਕਤ ਕਿਸਾਨ ਮੋਰਚਾ ਨੇ ਬਜਟ ਵਾਲੇ ਦਿਨ 26 ਮਾਰਚ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਚੰਡੀਗੜ੍ਹ ’ਚ ਸਥਿਤ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਮੀਟਿੰਗ ਤੋਂ ਬਾਅਦ ਕੀਤਾ ਹੈ। ਇਸ ਦੌਰਾਨ ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਅਤੇ ਹੋਰਨਾਂ ਕਿਸਾਨ ਆਗੂਆਂ ਨੇ 3 ਮਾਰਚ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਅਤੇ 5 ਮਾਰਚ ਨੂੰ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਪੰਜਾਬ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 4 ਮਈ ਨੂੰ ਜਲੰਧਰ ਵਿੱਚ ਇੱਕ ਸੈਮੀਨਾਰ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਜਥੇਬੰਦੀਆਂ ਨੂੰ ਸੱਦਾ ਦੇ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵਈਏ ਬਾਰੇ ਜਾਣੂ ਕਰਵਾਇਆ ਜਾਵੇਗਾ। 

ਧਾਮੀ ਨੂੰ ਮਨਾਉਣ ਲਈ ਕੋਸ਼ਿਸ਼ਾਂ ਜਾਰੀ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੰਡੀਗੜ੍ਹ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਵਿੱਚ ਅੰਤਰਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਮੈਂਬਰਾਂ ਨੇ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਆਪਣਾ ਫੈਸਲਾ ਬਦਲਣ ਲਈ ਕਿਹਾ ਗਿਆ ਹੈ।

ਕਿਹਾ : ਮਸਲਿਆਂ ਦੇ ਹੱਲ ਤੱਕ ਅੰਦੋਲਨ ਰਹੇਗਾ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼

ਕਿਸਾਨੀ ਮੰਗਾਂ ਦੀ ਪੂਰਤੀ ਲਈ ਸ਼ੰਭੂ, ਢਾਬੀ ਗੁੱਜਰਾਂ ਅਤੇ ਰਤਨਪੁਰਾ ਸਥਿਤ ਅੰਤਰਰਾਜੀ  ਬਾਰਡਰਾਂ ਅਤੇ ਬੈਰੀਅਰਾਂ ਉਤੇ ਕਿਸਾਨ ਮੋਰਚਿਆਂ ਨੂੰ ਅੱਜ 397 ਦਿਨ ਹੋ ਗਏ ਹਨ। ਇਸ ਦੇ ਚੱਲਦਿਆਂ ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਯੂਨੀਅਨ ਏਕਤਾ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 109ਵੇਂ ਦਿਨ ਵੀ ਜਾਰੀ ਰਿਹਾ। ਡੱਲੇਵਾਲ ਤੇ ਹੋਰ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਉਹ ਕਿਸਾਨੀ ਮੰਗਾਂ ਦੀ ਪੂਰਤੀ ਲਈ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਮਸਲਿਆਂ ਦੇ ਹੱਲ ਤੱਕ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਗੱਲਬਾਤ ਦੀ ਲੜੀ ਤਹਿਤ ਕਿਸਾਨਾਂ ਨੂੰ ਇਸ ਵਾਰ ਕੇਂਦਰ ਵਲੋਂ ਮੰਗਾਂ ਮੰਨਣ ਦੀ ਆਸ ਹੈ ਤੇ ਇਸ ਤਹਿਤ ਉਹ 19 ਮਾਰਚ ਨੂੰ ਹੋਣ ਵਾਲੀ ਅਗਲੀ ਮੀਟਿੰਗ ਵਿਚ ਸ਼ਾਮਲ ਹੋਣਗੇ। 

 

ਨਸ਼ਾ ਤਸਕਰੀ ਦੇ ਮਾਮਲੇ ’ਚ ਘਿਰੇ ਹੋਏ ਹਨ ਮਜੀਠੀਆ

ਪਟਿਆਲਾ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ ਹੋਏ ਹਨ। ਇਸਦੇ ਚੱਲਦਿਆਂ ਅੱਜ ਪਟਿਆਲਾ ਵਿਚ ਵਿਸ਼ੇਸ਼ ਜਾਂਚ ਟੀਮ ਨੇ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਹੈ। ਨਸ਼ਾ ਤਸਕਰੀ ’ਤੇ ਅਧਾਰਤ ਕੇਸ ਦੀ ਜਾਂਚ ਲਈ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਬਣਾਈ ਗਈ ਸੀ। ਇਸ ਜਾਂਚ ਟੀਮ ਦੇ ਚੇਅਰਮੈਨ ਡੀਆਈਜੀ ਹਰਚਰਨ ਸਿੰਘ ਭੁੱਲਰ ਹਨ ਅਤੇ ਹੋਰਨਾਂ ਮੈਂਬਰਾਂ ਵਿਚ ਆਈਪੀਐਸ ਵਰੁਣ ਸ਼ਰਮਾ, ਐਸਪੀ ਡੀ ਜਗੇਸ਼ ਸ਼ਰਮਾ ਤੇ ਇੰਸਪੈਕਟਰ ਦਰਬਾਰਾ ਸਿੰਘ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਮਾਣਯੋਗ ਹਾਈ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਸਿੱਟ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਸਨ, ਜਿਸ ਤੋਂ ਬਾਅਦ ਮਜੀਠੀਆ ਅੱਜ ਪੇਸ਼ ਹੋਏ ਹਨ।

ਉਦਯੋਗਿਕ ਪਲਾਟ ਮਾਲਕ ਹੁਣ ਆਪਣੇ ਨਾਮ ’ਤੇ ਕਰਾ ਸਕਣਗੇ ਰਜਿਸਟਰੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਹੋਲੀ ਮੌਕੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਉਦਯੋਗਿਕ ਪਲਾਟਾਂ ਦੇ ਲਈ ਓਟੀਐਸ (ਵਨ ਟਾਈਮ ਸੈਟਲਮੈਂਟ) ਯੋਜਨਾਵਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਹੁਣ ਲੋਕ ਆਪਣੇ ਤੀਹ ਤੋਂ ਚਾਲੀ ਸਾਲ ਪੁਰਾਣੇ ਪਲਾਟਾਂ ਦੀ ਰਜਿਸਟਰੀ ਆਪਣੇ ਨਾਮ ਕਰਵਾ ਸਕਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਧ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੂੰ ਹੁਣ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਸਰਕਾਰੀ ਅਧਿਕਾਰੀ ਉਨ੍ਹਾਂ ਦੇ ਕੋਲ ਪਹੁੰਚਣਗੇ। ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਨੇ ਲੰਘੀ 3 ਮਾਰਚ ਨੂੰ ਇਸ ਸਕੀਮ ਨੂੰ ਮਨਜੂਰੀ ਦਿੱਤੀ ਸੀ। ਸਰਕਾਰ ਇਹ ਸਕੀਮ ਉਸ ਸਮੇਂ ਲੈ ਕੇ ਆਈ ਹੈ, ਜਦੋਂ ਲੁਧਿਆਣਾ ’ਚ ਉਪ ਚੋਣ ਸਿਰ ’ਤੇ ਹੈ। 

 

ਐਸ.ਐਸ.ਪੀ. ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਦਿੱਤਾ ਭਰੋਸਾ

ਪਟਿਆਲਾ/ਬਿਊਰੋ ਨਿਊਜ਼ 

13 ਮਾਰਚ ਦੀ ਰਾਤ ਨੂੰ ਪਟਿਆਲਾ ਵਿਚ ਰਾਜਿੰਦਰਾ ਹਸਪਤਾਲ ਦੇ ਸਾਹਮਣੇ ਕਰਨਲ ਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਝੜਪ ਦੇ ਮਾਮਲੇ ’ਚ ਐਸ. ਐਸ. ਪੀ. ਪਟਿਆਲਾ ਨੇ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਜਿਨ੍ਹਾਂ ’ਚ ਇੰਸਪੈਕਟਰ, ਥਾਣੇਦਾਰ ਅਤੇ ਹੌਲਦਾਰ ਸ਼ਾਮਲ ਹਨ। ਇਸਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ.  ਡਾ ਨਾਨਕ ਸਿੰਘ ਨੇ ਦੱਸਿਆ ਕਿ ਪਟਿਆਲਾ ਪੁਲਿਸ ਭਾਰਤੀ ਫੌਜ ਦਾ ਬਹੁਤ ਸਤਿਕਾਰ ਕਰਦੀ ਹੈ, ਇਹ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ, ਜਿਹੜੀ ਕਿ ਅੱਗੇ ਤੋਂ ਨਹੀਂ ਵਾਪਰੇਗੀ। ਉਨ੍ਹਾਂ ਕਿਹਾ ਕਿ ਮੁਅੱਤਲ ਕੀਤੇ ਪੁਲਿਸ ਮੁਲਾਜ਼ਮਾਂ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਕੇਸ ਦੀ ਪੜਤਾਲ ਕੀਤੀ ਜਾ ਰਹੀ ਹੈ ਤੇ ਜਾਂਚ ਦੌਰਾਨ ਜਿਹੜਾ ਵਿਅਕਤੀ ਇਸ ਵਿਚ ਦੋਸ਼ੀ ਪਾਇਆ ਗਿਆ, ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਿੱਖ ਯੋਧਿਆਂ ਦੀਆਂ ਸ਼ਹਾਦਤਾਂ ਨੂੰ ਯਾਦ ਰੱਖਣ ਦਾ ਦਿੱਤਾ ਸੁਨੇਹਾ

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੋਲਾ ਮਹੱਲਾ ਅਤੇ ਸਿੱਖ ਨਵੇਂ ਸਾਲ ਸੰਮਤ ਨਾਨਕਸ਼ਾਹੀ 557 ਦੀ ਆਮਦ ’ਤੇ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਇੱਕ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਚੇਤ ਤੋਂ ਸੰਮਤ 557 ਨਾਨਕਸ਼ਾਹੀ ਨਵੇਂ ਸਾਲ ਦਾ ਆਰੰਭ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਮੁਤਾਬਕ ਚੇਤ ਦੇ ਮਹੀਨੇ ਤੋਂ ਸਿੱਖਾਂ ਦਾ ਨਵਾਂ ਸਾਲ ਆਰੰਭ ਹੁੰਦਾ ਹੈ। ਜਥੇਦਾਰ ਹੋਰਾਂ ਦੱਸਿਆ ਕਿ ਨਵਾਂ ਸਾਲ ਆਉਣ ਵਾਲੇ ਦਿਨਾਂ ਵਿੱਚ ਫਸਲਾਂ ਦੇ ਪੱਕਣ, ਰਿਜ਼ਕ ਘਰੇ ਆਉਣ ਅਤੇ ਖੁਸ਼ਹਾਲੀ ਦੇ ਸੰਕੇਤ ਦਿੰਦਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਨੌਜਵਾਨਾਂ ਨੂੰ ਜਥੇਦਾਰ ਅਕਾਲੀ ਫੂਲਾ ਸਿੰਘ ਵਰਗੇ ਯੋਧਿਆਂ ਦੀਆਂ ਸ਼ਹਾਦਤਾਂ ਨੂੰ ਯਾਦ ਰੱਖਦਿਆਂ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।

 

ਚੰਡੀਗੜ੍ਹ : ਪੰਜਾਬ ਵਿਚ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦੇ ਆਰੋਪ ਲਗਾਏ ਹਨ। ਭਾਜਪਾ ਆਗੂ ਵਿਨੀਤ ਜੋਸ਼ੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਹੇਠ ਲਿਖੇ ਵਾਅਦੇ ਪੂਰੇ ਨਹੀਂ ਕੀਤੇ ਹਨ।  

1. ਔਰਤਾਂ ਨੂੰ ਮਹੀਨੇ ਦੇ 1000 ਰੁਪਏ ਦੇਣ ਦੀ ਗਾਰੰਟੀ ਪੂਰੀ ਨਹੀਂ ਕੀਤੀ। 

2. ਤਿੰਨ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦੀ ਗਾਰੰਟੀ ਪੂਰੀ ਨਹੀਂ ਕੀਤੀ। 

3. ਸਾਰਿਆਂ ਨੂੰ 24 ਘੰਟੇ ਬਿਜਲੀ ਅਤੇ ਵਪਾਰੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੀ ਗਾਰੰਟੀ ਪੂਰੀ ਨਹੀਂ ਕੀਤੀ।

4. ਸਾਰੀਆਂ ਫਸਲਾਂ ਦੀ ਖਰੀਦ ਐਮ.ਐਸ.ਪੀ. ’ਤੇ ਖਰੀਦਣ ਦੀ ਗਾਰੰਟੀ ਪੂਰੀ ਨਹੀਂ ਕੀਤੀ। 

5. ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ। 

6.ਰੇਤ ਮਾਫੀਆ ਨੂੰ ਖਤਮ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ। 

7.ਨਵੀਆਂ ਨੌਕਰੀਆਂ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ। 

8. 6000 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਵਾਅਦਾ ਪੂਰਾ ਨਹੀਂ ਕੀਤਾ, ਅਜੇ ਤੱਕ ਤਿੰਨ ਸਾਲ ਵਿੱਚ ਸਿਰਫ 881 ਹੀ ਕਲੀਨਿਕ ਖੋਲ੍ਹੇ, ਉਹ ਵੀ ਕੇਂਦਰੀ ਸਰਕਾਰ ਦੇ ਪੈਸੇ ਦੀ ਦੁਰਵਰਤੋਂ ਕਰਕੇ।

9. ਭਿ੍ਰਸ਼ਟਾਚਾਰ ਖਤਮ ਕਰਨ ਦੀ ਗਾਰੰਟੀ ਪੂਰੀ ਨਹੀਂ ਕੀਤੀ। 

10. ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ। 

11. ਸਾਰੇ ਸਫਾਈ ਕਰਮਚਾਰੀਆ ਨੂੰ ਸਫਾਈ ਕਿਟ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ।

 

ਪੰਜਾਬ ਸਣੇ ਦੇਸ਼ ਭਰ ’ਚ ਮਨਾਇਆ ਗਿਆ ਹੋਲੀ ਦਾ ਤਿਉਹਾਰ 

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ 

ਪੰਜਾਬ ਸਣੇ ਦੇਸ਼ ਭਰ ਵਿਚ ਅੱਜ ਹੋਲੀ ਦਾ ਤਿਉਹਾਰ ਮਨਾਇਆ ਗਿਆ। ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸੇ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੀਆਂ ਸਮੂਹ ਸਾਧ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਇੱਕ ਧਰਮ ਜਾਂ ਇੱਕ ਬਿਰਾਦਰੀ ਦੇ ਲੋਕਾਂ ਦਾ ਤਿਉਹਾਰ ਨਹੀਂ, ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਤੇ ਦੁਨੀਆਂ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ।  

ਜਥੇਦਾਰ ਗੜਗੱਜ ਨੇ ਸੀਐਮ ਸੁਖਵਿੰਦਰ ਸੁੱਖੂ ਨੂੰ ਘਟਨਾਵਾਂ ਦਾ ਨੋਟਿਸ ਲੈਣ ਲਈ ਕਿਹਾ

ਅੰਮਿ੍ਰਤਸਰ/ਬਿਊਰੋ ਨਿਊਜ਼

ਹਿਮਾਚਲ ਪ੍ਰਦੇਸ਼ ਵਿਚ ਕੁਝ ਸ਼ਰਾਰਤੀਆਂ ਵਲੋਂ ਪੁਲਿਸ ਦੀ ਹਾਜ਼ਰੀ ਵਿਚ ਸਿੱਖ ਤੇ ਪੰਜਾਬੀ ਨੌਜਵਾਨਾਂ ਵਲੋਂ ਆਪਣੇ ਵਾਹਨਾਂ ’ਤੇ ਲਗਾਏ ਸਿੱਖ ਝੰਡੇ ਪਾੜਣ ਅਤੇ ਪੈਰਾਂ ਹੇਠ ਮਿੱਧਣ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖਤ ਨੋਟਿਸ ਲਿਆ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਨੂੰ ਹਰਗਿਜ਼ ਪ੍ਰਵਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਕਿਸੇ ਨੌਜਵਾਨ ਨੂੰ ਉਨ੍ਹਾਂ ਦੇ ਵਾਹਨ ਦੇ ਕਾਗਜ਼ਾਂ ਦੀ ਜਾਂਚ ਕਰਨ ਲਈ ਰੋਕਦੀ ਹੈ ਤਾਂ ਉਸ ਮੌਕੇ ਕਿਸੇ ਵੀ ਸਥਾਨਕ ਸ਼ਰਾਰਤੀ ਅਨਸਰਾਂ ਦਾ ਕੋਈ ਹੱਕ ਨਹੀਂ ਬਣਦਾ ਕਿ ਉਹ ਸਿੱਖ ਨੌਜਵਾਨਾਂ ਨਾਲ ਜ਼ੋਰ ਜ਼ਬਰਦਸਤੀ ਕਰਨ। ਗਿਆਨੀ ਗੜਗੱਜ ਨੇ ਸਿੱਖ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਜਦੋਂ ਉਹ ਹਿਮਾਚਲ ਪ੍ਰਦੇਸ਼ ਜਾਣ ਤਾਂ ਆਪਣੇ ਵਾਹਨਾਂ ਦੇ ਕਾਗਜ਼ ਪੂਰੇ ਕਾਇਮ ਰੱਖਣ ਅਤੇ ਇਕੱਲੇ ਸਫਰ ਕਰਨ ਤੋਂ ਗੁਰੇਜ਼ ਕਰਨ। ਜਥੇਦਾਰ ਗੜਗੱਜ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਕਿਹਾ ਕਿ ਉਹ ਇਨ੍ਹਾਂ ਘਟਨਾਵਾਂ ਦਾ ਨੋਟਿਸ ਲੈਂਦਿਆਂ ਸੂਬੇ ਦੀ ਪੁਲਿਸ ਨੂੰ ਕਾਨੂੰਨ ਅਨੁਸਾਰ ਜ਼ਾਬਤਾ ਕਾਇਮ ਰੱਖਣ ਲਈ ਆਦੇਸ਼ ਕਰਨ। 

 

ਬਘੇਲ ਨੇ ਸੂਬੇ ਦੇ ਭਖਦੇ ਮੁੱਦਿਆਂ ’ਤੇ ਸੀਨੀਅਰ ਆਗੂਆਂ ਦੇ ਲਏ ਵਿਚਾਰ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨਾਲ ਮੀਟਿੰਗ ਕੀਤੀ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨੇ  ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਵੱਖ-ਵੱਖ ਰਾਜਾਂ ਦੀਆਂ ਮੀਟਿੰਗਾਂ ਬੁਲਾ ਕੇ ਸੂਬੇ ਦੇ ਭਖਦੇ ਮੁੱਦਿਆਂ ’ਤੇ ਆਗੂਆਂ ਦੇ ਵਿਚਾਰ ਲਏ ਗਏ। ਸਿਆਸੀ ਮਾਮਲਿਆਂ ਬਾਰੇ ਕਮੇਟੀ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੈ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ ਅਤੇ ਗੁਰਜੀਤ ਸਿੰਘ ਔਜਲਾ ਸਣੇ ਕਈ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.