Thursday, 28 May 2026

 

7 ਸਾਬਕਾ ਅਕਾਲੀ ਮੰਤਰੀ ਦੇ ਚੁੱਕੇ ਹਨ ਆਪਣਾ-ਆਪਣਾ ਸਪੱਸ਼ਟੀਕਰਨ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਪਿਆਰਿਆਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਵੀ ਅੱਜ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਆਪੋ-ਆਪਣੇ ਸਪਸ਼ਟੀਕਰਨ ਸੌਂਪ ਦਿੱਤੇ ਹਨ। ਜ਼ਿਕਰਯੋਗ ਹੈ ਕਿ 2007 ਤੋਂ 2017 ਤੱਕ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਪੰਥ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਵਾਪਰੀਆਂ ਘਟਨਾਵਾਂ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਦੌਰਾਨ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਉਸ ਸਮੇਂ ਦੇ 17 ਅਕਾਲੀ ਮੰਤਰੀਆਂ ਕੋਲੋਂ ਵੀ 15 ਦਿਨਾਂ ਦੇ ਅੰਦਰ-ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਹੈ। ਧਿਆਨ ਰਹੇ ਕਿ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਬਿਕਰਮ ਸਿੰਘ ਮਜੀਠੀਆ ਵਲੋਂ ਵੀ ਆਪਣਾ-ਆਪਣਾ ਸਪੱਸ਼ਟੀਕਰਨ ਅਕਾਲ ਤਖਤ ਸਾਹਿਬ ਦੇ ਦਫਤਰ ਵਿਖੇ ਸੌਂਪ ਦਿੱਤਾ ਗਿਆ ਹੈ। ਹੁਣ ਤੱਕ 7 ਸਾਬਕਾ ਅਕਾਲੀ ਮੰਤਰੀ ਆਪੋ-ਆਪਣਾ ਸਪੱਸ਼ਟੀਕਰਨ ਸੌਂਪ ਚੁੱਕੇ ਹਨ ਅਤੇ ਬਾਕੀਆਂ ਦੇ ਸਪੱਸ਼ਟੀਕਰਨ ਦੀ ਉਡੀਕ ਕੀਤੀ ਜਾ ਰਹੀ ਹੈ।   

 

 

ਕਾਲੋਨੀਆਂ ਕੱਟਣ ਵਾਲਿਆਂ ’ਚ ‘ਆਪ’ ਦੇ ਆਗੂ ਵੀ ਸ਼ਾਮਲ : ਬਾਜਵਾ

ਚੰਡੀਗੜ੍ਹ/ਬਿਊਰੋ ਨਿਊਜ਼ 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ’ਚ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਸੀ ਅਤੇ ਪਲਾਟਾਂ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਵੀ ਖਤਮ ਕਰ ਦਿੱਤਾ ਸੀ। ਇਸੇ ਦੌਰਾਨ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਜ਼ਮੀਨਾਂ ਉੱਤੇ ਕਾਲੋਨੀਆਂ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ ਅਤੇ ਇਹ ਕਾਲੋਨੀਆਂ ਕੱਟਣ ਵਾਲਿਆਂ ਵਿਚ ‘ਆਪ’ ਦੇ ਆਗੂ ਵੀ ਸ਼ਾਮਲ ਹਨ। ਇਸ ਦੇ ਚੱਲਦਿਆਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਵੀ ਸਦਨ ’ਚ ਮੁਹੱਲਾ ਕਲੀਨਿਕਾਂ ਅਤੇ ਸਿਹਤ ਕੇਂਦਰਾਂ ਵਿਚ ਸਹੂਲਤਾਂ ਦੀ ਘਾਟ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਮੋਬਾਇਲ ਦੀ ਲਾਈਟ ਨਾਲ ਸਰਜਰੀ ਹੋਈ ਸੀ। 

 

ਸ਼੍ਰੋਮਣੀ ਅਕਾਲੀ ਦਲ ਦਾ ਤਾਕਤਵਰ ਹੋਣਾ ਬੇਹੱਦ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ 

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਪੰਜਾਬ, ਪੰਜਾਬੀਅਤ ਅਤੇ ਸਿੱਖ ਪੰਥ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਹਾਲਤ ’ਤੇ ਚਿੰਤਾ ਵੀ ਪ੍ਰਗਟਾਈ। ਉਨ੍ਹਾਂ ਅਕਾਲੀ ਦਲ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਤਿਆਗ ਦੀ ਭਾਵਨਾ ਦਿਖਾਉਣ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਅੰਦਰ ਘੱਟ ਗਿਣਤੀਆਂ ਨਿਸ਼ਾਨੇ ’ਤੇ ਹਨ ਅਤੇ ਖਾਸ ਤੌਰ ’ਤੇ ਸਿੱਖਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਪਹਿਲਾਂ ਉਨ੍ਹਾਂ ਦੇ ਸ਼ਸਤਰ ਉਤਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਸਤਰ ਸਿੱਖਾਂ ਲਈ ਗਹਿਣੇ ਨਹੀਂ, ਸਗੋਂ ਧਾਰਮਿਕ ਚਿੰਨ੍ਹ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਵੀ ਸਿੱਖਾਂ ਖਿਲਾਫ ਸਿਰਜੇ ਜਾ ਰਹੇ ਬਿਰਤਾਂਤ ਦਾ ਹੀ ਨਤੀਜਾ ਹੈ। ਉਨ੍ਹਾਂ ਇਸ ਫਿਲਮ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। 

 

ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਐਸਜੀਪੀਸੀ ਦਾ ਵਫਦ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ

ਚੰਡੀਗੜ੍ਹ/ਬਿਊਰੋ ਨਿਊਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਿੱਖ ਸੰਸਥਾ ਦੇ ਵਫਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਹੈ। ਐਸਜੀਪੀਸੀ ਦੇ ਵਫਦ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੇ 450 ਸਾਲਾ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਰਾਜਪਾਲ ਨੂੰ ਸੱਦਾ ਪੱਤਰ ਦਿੱਤਾ ਹੈ। ਇਹ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ 13 ਤੋਂ 18 ਸਤੰਬਰ ਤੱਕ ਮਨਾਈ ਜਾਣੀ ਹੈ, ਜਿਸ ਦਾ ਮੁੱਖ ਸਮਾਗਮ 18 ਸਤੰਬਰ ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਵੇਗਾ। ਪੰਜਾਬ ਦੇ ਰਾਜਪਾਲ ਨੂੰ ਇਸ ਸਬੰਧ ਵਿੱਚ ਰਸਮੀ ਤੌਰ ਉੱਤੇ ਸੱਦਾ ਪੱਤਰ ਦੇ ਕੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਦੇ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬਾਨ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਵਾਸਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ ਜਿਸ ਤਹਿਤ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੱਦਾ ਪੱਤਰ ਪ੍ਰਾਪਤ ਕਰਦਿਆਂ ਸਮਾਗਮਾਂ ਵਿੱਚ ਹਾਜ਼ਰ ਹੋਣ ਦਾ ਭਰੋਸਾ ਦਿੱਤਾ ਹੈ। 

ਮੰਤਰੀ ਮੰਡਲ ਨੇ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਇਆ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਮੰਤਰੀ ਮੰਡਲ ਨੇ ਪੈਟਰੋਲ ਉੱਤੇ 61 ਪੈਸੇ ਅਤੇ ਡੀਜ਼ਲ ਉੱਤੇ 92 ਪੈਸੇ ਵੈਟ ਵਧਾ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਵਾਧੇ ਨਾਲ ਸੂਬਾ ਸਰਕਾਰ ਨੂੰ ਡੀਜ਼ਲ ਤੋਂ 392 ਕਰੋੜ ਰੁਪਏ ਅਤੇ ਪੈਟਰੋਲ ਤੋਂ 150 ਕਰੋੜ ਰੁਪਏ ਟੈਕਸ ਦਾ ਵਾਧਾ ਹੋਵੇਗਾ। ਉਧਰ ਦੂਜੇ ਪਾਸੇ ਪੰਜਾਬ ਦੀਆਂ ਹੋਰ ਸਿਆਸੀ ਪਾਰਟੀਆਂ ਵਲੋਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ ’ਤੇ ਵਧਾਏ ਵੈਟ ਨੂੰ ਲੈ ਕੇ ਸਰਕਾਰ ਦੀ ਆਲੋਚਨਾ ਕੀਤੀ ਜਾ ਰਹੀ ਹੈ।  

 

 

 

ਇਕ ਦੂਜੇ ਖਿਲਾਫ ਕੀਤੀ ਜਾ ਰਹੀ ਬਿਆਨਬਾਜੀ ਦਾ ਲਿਆ ਸਖਤ ਨੋਟਿਸ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਵਿਚਾਰੇ ਜਾ ਰਹੇ ਮਾਮਲੇ ਦੇ ਸੰਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਯਾਦਾ ਅਤੇ ਸਰਬਉੱਚਤਾ ਦੇ ਵਿਰੁੱਧ ਹੈ, ਕਿਉਂਕਿ ਜਦੋਂ ਤੱਕ ਇਹ ਮਾਮਲਾ ਵਿਚਾਰ ਅਧੀਨ ਹੈ ਉਦੋਂ ਤੱਕ ਇਸ ’ਤੇ ਕਿਸੇ ਤਰ੍ਹਾਂ ਦੀਆਂ ਵੀ ਟਿੱਪਣੀਆਂ ਉਚਿਤ ਨਹੀਂ ਹਨ। ਅਕਾਲ ਤਖਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਵਲੋਂ ਜਾਰੀ ਬਿਆਨ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਤਿਕਾਰ, ਸਿਧਾਂਤ ਅਤੇ ਪਰੰਪਰਾ ਨੂੰ ਧਿਆਨ ਵਿਚ ਰੱਖਦਿਆਂ ਇਕ-ਦੂਜੇ ਦੇ ਵਿਰੁੱਧ ਬਿਆਨਬਾਜ਼ੀ ਤੁਰੰਤ ਬੰਦ ਕੀਤੀ ਜਾਵੇ।   

 

ਲੋਕ ਸਭਾ ਚੋਣਾਂ ਦੌਰਾਨ ਹੰਸ ਰਾਜ ਹੰਸ ਦਾ ਵੱਖ-ਵੱਖ ਪਿੰਡਾਂ ’ਚ ਹੋਇਆ ਸੀ ਵਿਰੋਧ

ਫਰੀਦਕੋਟ/ਬਿਊਰੋ ਨਿਊਜ਼ 

ਫਰੀਦਕੋਟ ਦੇ ਐਸਡੀਐਮ ਵੱਲੋਂ ਕੁਝ ਦਿਨ ਪਹਿਲਾਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਖਿਲਾਫ ਜਾਰੀ ਕੀਤੇ ਗਏ ਗਿ੍ਰਫਤਾਰੀ ਵਾਰੰਟ ਐੱਸਡੀਐੱਮ ਦੀ ਅਦਾਲਤ ਨੇ ਚੁੱਪ ਚੁਪੀਤੇ ਤੇ ਬਿਨਾਂ ਸ਼ਰਤ ਵਾਪਸ ਲੈ ਲਏ ਹਨ। ਦੱਸਣਯੋਗ ਹੈ ਕਿ ਇਨ੍ਹਾਂ ਦੋਵੇਂ ਆਗੂਆਂ ਨੇ ਗਿ੍ਰਫਤਾਰੀ ਵਾਰੰਟਾਂ ਨੂੰ ਗੈਰਕਾਨੂੰਨੀ ਦੱਸਦਿਆਂ ਅਦਾਲਤ ਵਿੱਚ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਹ ਆਗੂ ਅਦਾਲਤ ਵਿੱਚ ਪੇਸ਼ ਵੀ ਨਹੀਂ ਹੋਏ ਸਨ। ਲੰਘੀਆਂ ਲੋਕ ਸਭਾ ਚੋਣਾਂ ਦੌਰਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਨਿਹਾਲ ਸਿੰਘ ’ਤੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਫਰੀਦਕੋਟ ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਰੋਧ ਕਰਨ ਦੇ ਆਰੋਪ ਲੱਗੇ ਸਨ। ਇਸ ਤੋਂ ਬਾਅਦ ਪੁਲਿਸ ਨੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਨੌਨਿਹਾਲ ਸਿੰਘ ਨੂੰ ਗਿ੍ਰਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ, ਪਰ ਅਗਲੇ ਦਿਨ ਹੀ ਉਨ੍ਹਾਂ ਨੂੰ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਸੀ। ਐੱਸਡੀਐਮ ਦੀ ਅਦਾਲਤ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਆਗੂਆਂ ਖਿਲਾਫ ਜਾਰੀ ਹੋਏ ਵਾਰੰਟ ਗਲਤਫਹਿਮੀ ਵਿੱਚ ਜਾਰੀ ਹੋ ਗਏ ਸਨ ਜੋ ਰੱਦ ਕਰ ਦਿੱਤੇ ਗਏ ਹਨ। ਇਸੇ ਦੌਰਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਇਸਦੇ ਅਫਸਰਾਂ ਦਾ ਆਪਸ ਵਿੱਚ ਕੋਈ ਤਾਲਮੇਲ ਨਹੀਂ ਹੈ।    

 

ਚੰਡੀਗੜ੍ਹ ’ਚ ਧਰਨਾ ਲਗਾ ਕੇ ਬੈਠੇ ਕਿਸਾਨਾਂ ਦੀ ਗੱਲ ਸੁਣੀ ਜਾਵੇ : ਬਾਜਵਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੇ ਅੱਜ ਦੂਜੇ ਦਿਨ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ’ਚ ਧਰਨਾ ਲਗਾ ਕੇ ਬੈਠੇ ਕਿਸਾਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁੱਜੇ ਕਿਸਾਨਾਂ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਬਾਜਵਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਆਲ ਪਾਰਟੀ ਡੈਲੀਗੇਸ਼ਨ ਬਣਾਇਆ ਜਾਵੇ। ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਕਿਸਾਨਾਂ ਨੂੰ ਮਿਲੋ ਅਤੇ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰੋ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਿਹੜੀਆਂ ਮੰਗਾਂ ਸੂਬਾ ਸਰਕਾਰ ਅੱਗੇ ਹਨ, ਉਨ੍ਹਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਜਿਹੜੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਹਨ, ਉਹ ਵੀ ਸੁਣੀਆਂ ਜਾਣ। ਬਾਜਵਾ ਨੇ ਕਿਹਾ ਕਿ ਚੰਡੀਗੜ੍ਹ ਵਿਚ ਧਰਨੇ ’ਤੇ ਬੈਠੇ ਕਿਸਾਨਾਂ ਦੀ ਗੱਲ ਸੁਣ ਕੇ ਉਨ੍ਹਾਂ ਨੂੰ ਘਰਾਂ ਨੂੰ ਭੇਜਿਆ ਜਾਣਾ ਚਾਹੀਦਾ ਹੈ।  

 

 

ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ 

ਅੰਮਿ੍ਰਤਸਰ/ਬਿਊਰੋ ਨਿਊਜ਼  

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ  ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਪਹਿਲਾਂ ਸਵੇਰੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਵੀ ਸਜਾਇਆ ਗਿਆ। ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਗਏ। 

17 ਸਾਬਕਾ ਮੰਤਰੀਆਂ ਦੇ ਨਾਵਾਂ ਵਾਲੀ ਚਿੱਠੀ ਕੀਤੀ ਗਈ ਜਨਤਕ

ਅੰਮਿ੍ਰਤਸਰ/ਬਿਊਰੋ ਨਿਊਜ਼ 

ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਮੰਗਿਆ ਹੈ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਕ ਚਿੱਠੀ ਜਨਤਕ ਕਰ ਦਿੱਤੀ ਗਈ ਹੈ। ਜਿਸ ਵਿਚ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ 17 ਵਿਅਕਤੀਆਂ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਜਿਨ੍ਹਾਂ ਸਾਬਕਾ ਮੰਤਰੀਆਂ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ ਉਨ੍ਹਾਂ ਵਿਚ ਬੀਬੀ ਉਪਿੰਦਰਜੀਤ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ ਸੇਖੋਂ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ। ਇਸੇ ਤਰ੍ਹਾਂ ਸਰਵਨ ਸਿੰਘ ਫਿਲੌਰ, ਸੋਹਣ ਸਿੰਘ ਠੰਡਲ, ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਨਾਮ ਵੀ ਇਸ ਚਿੱਠੀ ਵਿਚ ਸ਼ਾਮਲ ਹੈ। ਜ਼ਿਕਰਯੋਗ ਹੈ ਕਿ 2007 ਤੋਂ 2017 ਤੱਕ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਪੰਥ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਵਾਪਰੀਆਂ ਘਟਨਾਵਾਂ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਦੌਰਾਨ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਉਸ ਸਮੇਂ ਦੇ 17 ਮੰਤਰੀਆਂ ਕੋਲੋਂ ਵੀ 15 ਦਿਨਾਂ ਦੇ ਅੰਦਰ-ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਹੈ। ਧਿਆਨ ਰਹੇ ਕਿ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਆਪਣਾ ਸਪੱਸ਼ਟੀਕਰਨ ਅਕਾਲ ਤਖਤ ਸਾਹਿਬ ਦੇ ਦਫਤਰ ਵਿਖੇ ਸੌਂਪ ਦਿੱਤਾ ਗਿਆ ਹੈ ਅਤੇ ਬਾਕੀ ਸਾਬਕਾ ਮੰਤਰੀਆਂ ਦੇ ਸਪੱਸ਼ਟੀਕਰਨ ਦੀ ਉਡੀਕ ਕੀਤੀ ਜਾ ਰਹੀ ਹੈ।   

 

ਚੰਡੀਗੜ੍ਹ, : ਜ਼ੀ ਟੀਵੀ ਦੇ ਸੰਗੀਤਕ ਰਿਐਲਟੀ ਸ਼ੋਅ “ਸਾ ਰੇ ਗਾ ਮਾ” ਦੀ ਜੇਤੂ ਅਤੇ ਉੱਘੀ ਗਾਇਕਾ ਰਿੰਕੂ ਕਾਲੀਆ, ਸਾਰੰਗੀ ਦੇ ਉਸਤਾਦ ਵਿਨੋਦ ਪਵਾਰ ਅਤੇ ਉੱਘੇ ਗ਼ਜ਼ਲ ਗਾਇਕ ਕੰਵਰ ਜਗਮੋਹਨ ਨੂੰ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ (ਸੀਐਸਐਨਏ) ਦੇ “ਕਲਾ ਪ੍ਰਤਿਭਾ ਪੁਰਸਕਾਰ-2024” ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਐਲਾਨ ਕਰਦਿਆਂ, ਸੀਐਸਐਨਏ ਦੇ ਚੇਅਰਮੈਨ ਸੁਦੇਸ਼ ਸ਼ਰਮਾ ਅਤੇ ਵਾਈਸ-ਚੇਅਰਮੈਨ ਵਿਕਰਾਂਤ ਸੇਠ ਨੇ ਦੱਸਿਆ ਕਿ ਕਾਲੀਆ ਨੂੰ ਲੋਕ ਗਾਇਕੀ/ਲੋਕ ਸਾਜ਼ਾਂ ਦੀ ਸ਼੍ਰੇਣੀ ਵਿੱਚ ਜਦਕਿ ਪਵਾਰ ਨੂੰ ਕਲਾਸੀਕਲ ਵੋਕਲ/ਕਲਾਸੀਕਲ ਯੰਤਰਾਂ ਵਿੱਚ ਸਨਮਾਨਿਤ ਕੀਤਾ ਜਾਵੇਗਾ। ਜਗਮੋਹਨ ਨੂੰ ਲਾਈਟ ਕਲਾਸੀਕਲ ਸ਼੍ਰੇਣੀ ਵਿੱਚ ਸਨਮਾਨਿਤ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਨੌਂ ਹੋਰ ਕਲਾਕਾਰਾਂ ਨੂੰ ਡਾਂਸ, ਸੰਗੀਤ ਅਤੇ ਨਾਟਕ ਦੀਆਂ ਸ਼੍ਰੇਣੀਆਂ ਵਿੱਚ ਸਨਮਾਨਿਤ ਕੀਤਾ ਜਾਵੇਗਾ। ਸੀਸਐਨਏ ਦੁਆਰਾ ਇੱਕ ਜੀਵਨ ਭਰ ਦੀ ਪ੍ਰਾਪਤੀ ਪੁਰਸਕਾਰ ਅਤੇ ਇੱਕ ਕਲਾ ਪ੍ਰਮੋਟਰ ਪੁਰਸਕਾਰ ਵੀ ਦਿੱਤਾ ਜਾਵੇਗਾ, ਜੋ ਪਹਿਲੀ ਵਾਰ ਟ੍ਰਾਈਸਿਟੀ ਦੇ ਕਲਾਕਾਰਾਂ ਨੂੰ ਸਨਮਾਨਿਤ ਕਰ ਰਿਹਾ ਹੈ।

ਸ਼ਰਮਾ ਅਤੇ ਸੇਠ ਨੇ ਦੱਸਿਆ ਕਿ 31 ਜੁਲਾਈ, 2024 ਤੱਕ ਪ੍ਰਾਪਤ ਐਂਟਰੀਆਂ ਵਿੱਚੋਂ ਜੇਤੂਆਂ ਦੀ ਚੋਣ ਕਰਨ ਲਈ ਉੱਘੇ ਕਲਾਕਾਰਾਂ ਦੀ ਇੱਕ ਪੁਰਸਕਾਰ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਪੁਰਸਕਾਰ ਜੇਤੂਆਂ ਨੂੰ ਜਲਦੀ ਹੀ ਚੰਡੀਗੜ੍ਹ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਇੱਕ ਸ਼ਾਨਦਾਰ ਸਮਾਗਮ ਵਿੱਚ ਪੁਰਸਕਾਰ ਦਿੱਤਾ ਜਾਵੇਗਾ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਐਲਾਨਿਆ

ਚੰਡੀਗੜ੍ਹ/ਬਿਊਰੋ ਨਿਊਜ਼ 
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣੇ ਵਾਰਿਸ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਅਧਿਕਾਰੀ ਚੁਣ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ, ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਰਿਸ਼ਤੇਦਾਰਾਂ ਵਿਚੋਂ ਹੀ ਹਨ ਅਤੇ ਉਹ ਲੰਮੇ ਸਮੇਂ ਤੋਂ ਪਰਿਵਾਰ ਸਮੇਤ ਡੇਰਾ ਬਿਆਸ ਨਾਲ ਜੁੜੇ ਹੋਏ ਹਨ। ਜਸਦੀਪ ਸਿੰਘ ਗਿੱਲ ਨੇ ਆਈ.ਆਈ.ਟੀ. ਦਿੱਲੀ ਤੋਂ ਬੀ.ਟੈਕ ਤੇ ਐਮ ਟੈਕ ਦੀ ਪੜ੍ਹਾਈ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੀਐਚ ਡੀ ਵੀ ਕੀਤੀ ਹੋਈ ਹੈ। ਇਸੇ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਅਤੇ ਪਿਆਰ ਮਿਲਿਆ ਹੈ। ਇਸੇ ਤਰ੍ਹਾਂ ਹੀ ਜਸਦੀਪ ਸਿੰਘ ਗਿੱਲ ਨੂੰ ਵੀ ਇਹੋ ਜਿਹਾ ਹੀ ਪਿਆਰ ਅਤੇ ਸਨੇਹ ਬਖਸ਼ਿਆ ਜਾਵੇ। ਡੇਰਾ ਬਿਆਸ ਦਾ ਭਾਰਤ ਸਣੇ ਕਈ ਹੋਰ ਵੱਖ-ਵੱਖ ਦੇਸ਼ਾਂ ਵਿਚ ਚੰਗਾ ਅਧਾਰ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.