Thursday, 28 May 2026

 

ਰਾਜੇਵਾਲ ਨੇ ਕਿਹਾ : ਧਰਤੀ ਹੇਠਲਾ ਪ੍ਰਦੂਸ਼ਿਤ ਪਾਣੀ ਭਿਆਨਕ ਬਿਮਾਰੀਆਂ ਦਾ ਕਾਰਨ

ਚੰਡੀਗੜ੍ਹ/ਬਿਊਰੋ ਨਿਊਜ਼  

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਖਤਰਨਾਕ ਹੱਦ ਤੱਕ ਪ੍ਰਦੂਸ਼ਿਤ ਹੋ ਚੁੱਕਾ ਹੈ, ਜੋ ਕਿ ਸੂਬੇ ਲਈ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿੰਜਾਈ ਮੰਤਰੀ ਨੇ ਸੰਸਦ ਵਿੱਚ ਪਾਣੀ ਦੇ ਦੂਸ਼ਿਤ ਹੋਣ ਵਾਲੀ ਪੇਸ਼ ਕੀਤੀ ਰਿਪੋਰਟ ਵਿੱਚ ਮੰਨਿਆ ਹੈ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਧਰਤੀ ਹੇਠਲਾ ਪ੍ਰਦੂਸ਼ਿਤ ਪਾਣੀ ਭਿਆਨਕ ਬਿਮਾਰੀਆਂ ਫੈਲਾ ਰਿਹਾ ਹੈ। ਰਾਜੇਵਾਲ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਤਹਿ ਬਹੁਤ ਸਾਰੇ ਜ਼ਹਿਰੀਲੇ ਰਸਾਇਣਾਂ ਕਾਰਨ ਇੰਨੀ ਦੂਸ਼ਿਤ ਹੋ ਗਈ ਹੈ ਕਿ ਉਸ ਦਾ ਪਾਣੀ ਨਾ ਫਸਲਾਂ ਲਈ ਵਰਤਣਯੋਗ ਰਿਹਾ ਅਤੇ ਨਾ ਹੀ ਪੀਣਯੋਗ ਰਹੇਗਾ। ਇਸ ਲਈ ਪੰਜਾਬ ਵਾਸੀਆਂ ਨੂੰ ਆਪਣੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਦੇ ਹਰ ਘਰ ਅਤੇ ਖੇਤੀ ਲਈ ਨਹਿਰੀ ਪਾਣੀ ਲੈਣ ਲਈ ਸੰਘਰਸ਼ ਕਰਨਾ ਪਵੇਗਾ।

ਗਿੱਦੜਬਾਹਾ ’ਚ ਕਾਂਗਰਸ ਅਤੇ ਅਕਾਲੀ ਦਲ ’ਚ ਸਖਤ ਟੱਕਰ ਹੋਣ ਦੀ ਸੰਭਾਵਨਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਹਲਚਲ ਵਧਾ ਦਿੱਤੀ ਹੈ। ਚੋਣ ਕਮਿਸ਼ਨ ਵਲੋਂ ਅਜੇ ਤੱਕ ਇਨ੍ਹਾਂ ਚਾਰ ਹਲਕਿਆਂ ਦੀਆਂ ਚੋਣਾਂ ਲਈ ਤਰੀਕਾਂ ਦਾ ਐਲਾਨ ਭਾਵੇਂ ਅਜੇ ਤੱਕ ਨਹੀਂ ਕੀਤਾ ਗਿਆ, ਪਰ ਸਿਆਸੀ ਆਗੂਆਂ ਨੇ ਇਨ੍ਹਾਂ ਹਲਕਿਆਂ ਵਿਚ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਹਨ। ਵਿਧਾਨ ਸਭਾ ਹਲਕਾ ਗਿੱਦੜਬਾਹਾ ਦੀ ਸੀਟ ਇਨ੍ਹਾਂ ਚਾਰਾਂ ਸੀਟਾਂ ਵਿਚੋਂ ਅਹਿਮ ਮੰਨੀ ਜਾ ਰਹੀ ਹੈ ਅਤੇ ਇਸ ਸੀਟ ’ਤੇ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਫਸਵਾਂ ਮੁਕਾਬਲਾ ਹੋਣ ਦੇ ਅਸਾਰ ਬਣ ਗਏ ਹਨ। ਗਿੱਦੜਬਾਹਾ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਰਾਜਾ ਵੜਿੰਗ ਵਿਧਾਇਕ ਸਨ ਅਤੇ ਉਨ੍ਹਾਂ ਨੇ ਲੋਕ ਸਭਾ ਦੀ ਚੋਣ ਜਿੱਤ ਕੇ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਗਿੱਦੜਬਾਹਾ ਸੀਟ ’ਤੇ ਕਈ ਸਿਆਸੀ ਆਗੂ ਚੋਣ ਮੈਦਾਨ ਵਿਚ ਆਉਣ ਲਈ ਤਿਆਰ ਹਨ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਗਿੱਦੜਬਾਹਾ ਤੋਂ ਚੋਣ ਲੜ ਸਕਦੇ ਹਨ ਅਤੇ ਉਨ੍ਹਾਂ ਨੇ ਵੀ ਇਸ ਹਲਕੇ ਵਿਚ ਮੀਟਿੰਗਾਂ ਦਾ ਦੌਰ ਲਗਾਤਾਰ ਚਲਾਇਆ ਹੋਇਆ ਹੈ। ਇਸੇ ਤਰ੍ਹਾਂ ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਵੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਧਿਆਨ ਰਹੇ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੀ ਇਹ ਚਾਰੋ ਸੀਟਾਂ ਜਿੱਤਣ ਲਈ ਪੂਰਾ ਜ਼ੋਰ ਲਗਾਏਗੀ।

ਨਵਾਂਸ਼ਹਿਰ-ਖੰਨਾ ਅਤੇ ਬਲਾਚੌਰ-ਰੋਪੜ ਲਈ ਰੇਲਵੇ ਲਾਈਨ ਵੀ ਮੰਗੀ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਲੜ ਚੁੱਕੇ ਡਾ. ਸੁਭਾਸ਼ ਸ਼ਰਮਾ ਨੇ ਦਿੱਲੀ ਵਿਖੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਰੇਲਵੇ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਮੰਗ ਪੱਤਰ ਸੌਂਪਿਆ। ਮੀਟਿੰਗ ਦੌਰਾਨ ਡਾ: ਸੁਭਾਸ਼ ਸ਼ਰਮਾ ਨੇ ਮੁਹਾਲੀ, ਰੋਪੜ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਰੇਲ ਮੰਤਰੀ ਨੂੰ ਜਾਣਕਾਰੀ ਦਿੱਤੀ।

ਓਹਨਾ ਦੱਸਿਆ ਕਿ ਮੋਹਾਲੀ ਦੇ ਪਿੰਡ ਸ਼ਾਮਪੁਰ ਅਤੇ ਰਾਏਪੁਰ ਕਲਾਂ ਵਿਚਕਾਰ ਰੇਲਵੇ ਅੰਡਰਪਾਸ 'ਤੇ ਇੱਕ ਸ਼ੈੱਡ ਦੀ ਜ਼ਰੂਰਤ ਹੈ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਉੱਥੇ ਨਾ ਖੜ੍ਹੇ। ਇਸ ਤੋਂ ਇਲਾਵਾ ਮੁਹਾਲੀ ਦੇ ਪਿੰਡ ਸਨੇਟਾ ਵਿੱਚ ਲਾਂਡਰਾ ਰੋਡ ’ਤੇ ਬਣੇ ਓਵਰਬ੍ਰਿਜ ਨੂੰ ਚੌੜਾ ਕੀਤਾ ਜਾਵੇ। ਖਰੜ ਰੇਲਵੇ ਸਟੇਸ਼ਨ 'ਤੇ ਵੰਦੇ ਭਾਰਤ (ਊਨਾ ਤੋਂ ਦਿੱਲੀ) ਸਟਾਪੇਜ ਬਣਾਇਆ ਜਾਵੇ। ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਰੋਪੜ ਜ਼ਿਲ੍ਹੇ ਦੇ ਅਧੀਨ ਆਉਂਦੀ ਦਿੱਲੀ-ਊਨਾ ਰੇਲਵੇ ਲਾਈਨ ਨੇ ਨੰਗਲ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਹੈ, ਇਸ ਕਰਕੇ ਇੱਥੇ ਅੰਡਰਪਾਸ ਬਣਨਾ ਜਰੂਰੀ ਹੈ। ਇਸ ਤੋਂ ਇਲਾਵਾ ਸੱਚਖੰਡ ਅਤੇ ਸਵਰਮਤੀ ਐਕਸਪ੍ਰੈਸ ਦਾ ਸਟਾਪੇਜ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਦਿੱਤਾ ਜਾਵੇ। ਨਾਲ ਹੀ ਮੋਰਿੰਡਾ ਰੇਲਵੇ ਸਟੇਸ਼ਨ ਦਾ ਨਾਮ ਮਾਤਾ ਗੁਜਰੀ ਜੀ ਦੇ ਨਾਂ 'ਤੇ ਰੱਖਿਆ ਜਾਵੇ। ਨਵਾਂਸ਼ਹਿਰ ਜ਼ਿਲ੍ਹੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਨੂੰ ਖੰਨਾ ਨਾਲ ਨਵੀਂ ਰੇਲ ਲਾਈਨ (40 ਕਿਲੋਮੀਟਰ) ਅਤੇ ਬਲਾਚੌਰ ਨੂੰ ਰੋਪੜ ਨਾਲ ਨਵੀਂ ਰੇਲ ਲਾਈਨ (30 ਕਿਲੋਮੀਟਰ) ਰਾਹੀਂ ਜੋੜਿਆ ਜਾਣਾ ਚਾਹੀਦਾ ਹੈ।

ਇਨ੍ਹਾਂ ਸਾਰੇ ਮੁੱਦਿਆਂ ਬਾਰੇ ਗੱਲਬਾਤ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ ਅਤੇ ਇਸ ਲਈ ਉਨ੍ਹਾਂ ਨੇ ਰੇਲ ਮੰਤਰੀ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ।

 

 

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ’ਚ ਜ਼ਿਮਨੀ ਚੋਣ ਨਵੰਬਰ ਮਹੀਨੇ ’ਚ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ ਲਈ ਸੀ ਅਤੇ ਇਨ੍ਹਾਂ ਚਾਰਾਂ ਵਿਧਾਇਕਾਂ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਮੀਤ ਹੇਅਰ ਅਤੇ ਰਾਜ ਕੁਮਾਰ ਚੱਬੇਵਾਲ ਨੇ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮੀਡੀਆ ਹਲਕਿਆਂ ਵਿਚ ਚਰਚਾ ਚੱਲ ਪਈ ਹੈ ਕਿ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹੁਣ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਲੜ ਸਕਦੇ ਹਨ। ਜਾਣਕਾਰੀ ਮਿਲੀ ਹੈ ਕਿ ਸੁਖਬੀਰ ਸਿੰਘ ਬਾਦਲ ਵਲੋਂ ਗਿੱਦੜਬਾਹਾ ਹਲਕੇ ਵਿਚ ਲਗਾਤਾਰ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗਿੱਦੜਬਾਹਾ ਹਲਕੇ ਤੋਂ ਰਾਜਾ ਵੜਿੰਗ ਕਾਂਗਰਸ ਪਾਰਟੀ ਵਲੋਂ ਵਿਧਾਇਕ ਸਨ।  

 

 

 

  

 

ਸਤੰਬਰ ਮਹੀਨੇ ਤੱਕ ਐਸਜੀਪੀਸੀ ਦੀਆਂ ਵੋਟਾਂ ਬਣਾਉਣ ਦਾ ਕੰਮ ਹੋ ਜਾਵੇਗਾ ਮੁਕੰਮਲ

ਚੰਡੀਗੜ੍ਹ/ਬਿਊਰੋ ਨਿਊਜ਼

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਆਉਂਦੇ ਦਸੰਬਰ ਜਾਂ ਜਨਵਰੀ ਮਹੀਨੇ ਵਿਚ ਕਰਵਾਈਆਂ ਜਾ ਸਕਦੀਆਂ ਹਨ। ਇਨ੍ਹਾਂ ਚੋਣਾਂ ਸਬੰਧੀ ਗੁਰਦੁਆਰਾ ਚੋਣ ਕਮਿਸ਼ਨਰ ਐਸ ਐਸ ਸਾਰੋਂ ਦਾ ਕਹਿਣਾ ਹੈ ਕਿ 26 ਸਤੰਬਰ ਤੱਕ ਵੋਟਾਂ ਬਣਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਤੱਕ ਇਸ ਸਬੰਧੀ ਸਾਰਾ ਅਮਲ ਪੂਰਾ ਹੋਣ ਮਗਰੋਂ ਕੇਂਦਰ ਸਰਕਾਰ ਨੂੰ ਦਸੰਬਰ ਜਾਂ ਜਨਵਰੀ ਵਿਚ ਐਸਜੀਪੀਸੀ ਚੋਣਾਂ ਕਰਵਾਉਣ ਦੀ ਸਿਫਾਰਸ਼ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ’ਤੇ ਆਰੋਪ ਲਗਾਏ ਸਨ ਕਿ ਸੂਬੇ ਵਿਚ ਸ਼ੋ੍ਰਮਣੀ ਕਮੇਟੀ ਦੀਆਂ ਬਣ ਰਹੀਆਂ ਵੋਟਾਂ ਪਾਰਦਰਸ਼ੀ ਢੰਗ ਨਾਲ ਨਹੀਂ ਬਣ ਰਹੀਆਂ ਹਨ।     

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਤਵਾਰ 18 ਅਗਸਤ ਨੂੰ ਚੰਡੀਗੜ੍ਹ ਵਿਚ ਪੈਰਿਸ ਉਲੰਪਿਕ 2024 ’ਚ ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਉਲੰਪਿਕ ਵਿਚ ਹਿੱਸਾ ਲੈ ਕੇ ਪਰਤੇ ਪੰਜਾਬੀ ਖਿਡਾਰੀਆਂ ਨੂੰ 9 ਕਰੋੜ 35 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਸੀਐਮ ਮਾਨ ਨੇ ਜੇਤੂ ਖਿਡਾਰੀਆਂ ਨੂੰ ਐਲਾਨ ਦੇ ਮੁਤਾਬਕ 1-1 ਕਰੋੜ ਰੁਪਏ ਅਤੇ ਬਾਕੀਆਂ ਨੂੰ 15-15 ਲੱਖ ਰੁਪਏ ਦਿੱਤੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਅਤੇ ਅੱਜ ਖਿਡਾਰੀਆਂ ਲਈ ਢੋਲ ਵੱਜ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਇਕ ਵੱਡਾ ਹਾਕੀ ਟੁੂਰਨਾਮੈਂਟ ਕਰਵਾਉਣ ਬਾਰੇ ਸੋਚ ਰਹੇ ਹਾਂ, ਜਿਸ ਲਈ ਉਹ ਹਾਕੀ ਇੰਡੀਆ ਨਾਲ ਗੱਲ ਕਰਨਗੇ। ਸੀਐਮ ਨੇ ਕਿਹਾ ਕਿ ਹੁਣ ਖੇਡਾਂ ਲਈ ਜ਼ੋਨ ਬਣਾਏ ਜਾਣਗੇ, ਜਿਵੇਂ ਮਾਹਿਲਪੁਰ ਵਿਚ ਫੁੱਟਬਾਲ, ਸੁਨਾਮ ਵਿਚ ਮੁੱਕੇਬਾਜ਼ੀ, ਜਲੰਧਰ ਵਿਚ ਹਾਕੀ ਅਤੇ ਲੁਧਿਆਣਾ ਵਿਚ ਐਥਲੈਟਿਕਸ ਲਈ ਜ਼ੋਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਲਈ ਆਪਣੇ ਦਰਵਾਜ਼ੇ ਖੁੱਲ੍ਹੇ ਰੱਖੇਗੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਉਲੰਪਿਕ ਵਿਚ ਜਿੱਤ ਕੇ ਆਏ ਖਿਡਾਰੀਆਂ ਨੂੰ ਅਸੀਂ ਨੌਕਰੀਆਂ ਵੀ ਦਿਆਂਗੇ ਅਤੇ ਜਿਹੜੇ ਖਿਡਾਰੀ ਪਹਿਲਾਂ ਹੀ ਨੌਕਰੀ ਕਰ ਰਹੇ ਹਨ, ਉਨ੍ਹਾਂ ਨੂੰ ਤਰੱਕੀਆਂ ਦਿੱਤੀਆਂ ਜਾਣਗੀਆਂ।   

 

 

 

  

ਰਵਨੀਤ ਬਿੱਟੂ ਨੇ ਭਾਜਪਾ ਹਾਈਕਮਾਨ ਦਾ ਕੀਤਾ ਧੰਨਵਾਦ

ਚੰਡੀਗੜ੍ਹ/ਬਿਊਰੋ ਨਿਊਜ਼ 

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਭਾਰਤੀ ਜਨਤਾ ਪਾਰਟੀ ਨੇ ਰਾਜਸਥਾਨ ਤੋਂ ਰਾਜ ਸਭਾ ਲਈ ਉਮੀਦਵਾਰ ਐਲਾਨਿਆ ਹੈ ਅਤੇ ਉਹ ਰਵਨੀਤ ਬਿੱਟੂ ਦਾ ਰਾਜ ਸਭਾ ਵਿਚ ਜਾਣਾ ਲਗਭਗ ਤੈਅ ਹੀ ਹੈ। ਇਸ ਨੂੰ ਲੈ ਕੇ ਰਵਨੀਤ ਬਿੱਟੂ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਢਾ, ਰਾਜਸਥਾਨ ਦੇ ਮੁੱਖ ਮੰਤਰੀ, ਸਾਡੇ ਸਾਰੇ ਕੈਬਨਿਟ ਮੰਤਰੀਆਂ ਅਤੇ ਭਾਜਪਾ ਵਿਧਾਇਕਾਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਕੋਲ ਰਾਜਸਥਾਨ ਵਲੋਂ ਦਿੱਤੇ ਅਸ਼ੀਰਵਾਦ ਬਾਰੇ ਬੋਲਣ ਲਈ ਕੋਈ ਸ਼ਬਦ ਨਹੀਂ ਹਨ। ਭਾਜਪਾ ਹਾਈਕਮਾਨ ਦੀ ਹੋਈ ਮੀਟਿੰਗ ਵਿਚ ਰਾਜ ਸਭਾ ਦੀ ਮੈਂਬਰੀ ਲਈ ਰਵਨੀਤ ਬਿੱਟੂ ਦੇ ਨਾਮ ’ਤੇ ਮੋਹਰ ਵੀ ਲਗਾ ਦਿੱਤੀ ਗਈ ਸੀ। ਦੱਸਣਯੋਗ ਹੈ ਕਿ 9 ਸੂਬਿਆਂ ਵਿਚ ਖਾਲੀ ਹੋਈਆਂ 12 ਰਾਜ ਸਭਾ ਸੀਟਾਂ ਲਈ ਚੋਣਾਂ 3 ਸਤੰਬਰ ਨੂੰ ਹੋਣੀਆਂ ਹਨ। ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਪਹਿਲਾਂ ਕਾਂਗਰਸ ਪਾਰਟੀ ਵਲੋਂ 3 ਵਾਰ ਸੰਸਦ ਮੈਂਬਰ ਬਣੇ ਸਨ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਰਵਨੀਤ ਬਿੱਟੂ ਨੂੰ ਲੁਧਿਆਣਾ ਤੋਂ ਲੋਕ ਸਭਾ ਦੀ ਟਿਕਟ ਦਿੱਤੀ ਸੀ, ਪਰ ਉਹ ਚੋਣ ਹਾਰ ਗਏ ਸਨ। ਇਸਦੇ ਬਾਵਜੂਦ ਵੀ ਭਾਜਪਾ ਨੇ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਦੇ ਦਿੱਤਾ ਸੀ।

ਪੰਜਾਬ ’ਚ ਅਕਾਲੀ ਦਲ ਕੋਲ ਰਹਿ ਗਏ ਸਿਰਫ 2 ਵਿਧਾਇਕ

ਚੰਡੀਗੜ੍ਹ/ਬਿਊਰੋ ਨਿਊਜ਼

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਦੌਰਾਨ ਡਾ. ਸੁੱਖੀ ਨੂੰ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਅਤੇ ਉਨ੍ਹਾਂ ਦਾ ‘ਆਪ’ ਵਿਚ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਡਾ.  ਸੁੱਖੀ ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਹਨ। ਪ੍ਰੈਸ ਕਾਨਫਰੰਸ ਮੌਕੇ ਆਮ ਆਦਮੀ ਪਾਰਟੀ ਦੇ ਸਕੱਤਰ ਜਨਰਲ ਡਾ. ਸੰਦੀਪ ਪਾਠਕ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਆਮ ਆਦਮੀ ਪਾਰਟੀ ਵਿਚ ਆਮ ਵਿਅਕਤੀ ਹਨ ਜਦਕਿ ਦੂਜੀਆਂ ਸਿਆਸੀ ਪਾਰਟੀਆਂ ’ਚ ਭਾਈ-ਭਤੀਜਾਵਾਦ ਭਾਰੂ ਹੈ। ਸੀਐਮ ਮਾਨ ਨੇ ਕਿਹਾ ਕਿ ਡਾ. ਸੁਖਵਿੰਦਰ ਸੁੱਖੀ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਧਿਆਨ ਰਹੇ ਕਿ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਕੋਲ ਹੁਣ ਸਿਰਫ ਦੋ ਵਿਧਾਇਕ ਰਹਿ ਗਏ ਹਨ, ਜਿਨ੍ਹਾਂ ਵਿਚ ਮੁੱਲਾਂਪੁਰ ਦਾਖਾ ਤੋਂ ਮਨਪ੍ਰੀਤ ਸਿੰਘ ਇਆਲੀ ਅਤੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਸ਼ਾਮਲ ਹਨ।  

 

ਪਠਾਨਕੋਟ ’ਚ ਮੰਤਰੀ ਲਾਲਚੰਦ ਕਟਾਰੂਚੱਕ ਨੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਪਠਾਨਕੋਟ/ਬਿਊਰੋ ਨਿਊਜ਼ 

ਪੰਜਾਬ ਵਿਚ ਹੁਣ ਹਰਿਆਲੀ ’ਚ ਵਾਧਾ ਕਰਨ ਲਈ ਇਕ ਨਵੀਂ ਪਹਿਲ ਕੀਤੀ ਗਈ ਹੈ ਅਤੇ ਹੁਣ ਡਰੋਨ ਰਾਹੀਂ ਪਲਾਂਟੇਸ਼ਨ ਕੀਤੀ ਜਾਵੇਗੀ। ਇਸੇ ਤਹਿਤ ਪਠਾਨਕੋਟ ਦੇ ਕਸਬਾ ਸ਼ਾਹਪੁਰ ਕੰਡੀ ਨੇੜੇ 30 ਹੈਕਟੇਅਰ ਜੰਗਲ ਵਿਚ ਡਰੋਨ ਰਾਹੀਂ ਵੱਖ-ਵੱਖ ਪ੍ਰਜਾਤੀਆਂ ਦੇ ਬੀਜਾਂ ਨੂੰ ਖਿਲਾਰਿਆ ਗਿਆ। ਇਸ ਪ੍ਰੋਜੈਕਟ ਦੀ ਸ਼ੁਰੂਆਤ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੀਤੀ ਗਈ ਹੈ।  ਇਸ ਮੌਕੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਅਤੇ ਵਣ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਜੰਗਲ ਵਿਚ ਤੁਲਸੀ, ਆਂਵਲਾ, ਜਾਮੁਨ, ਹਰੜ, ਬਹੇੜਾ ਅਤੇ ਸੁਆਜਨ ਸਣੇ ਕਈ ਹੋਰ ਪ੍ਰਜਾਤੀਆਂ ਦੇ ਬੀਜਾਂ ਨੂੰ ਮਿੱਟੀ ਵਿਚ ਲਪੇਟ ਕੇ ਡਰੋਨ ਰਾਹੀਂ ਜੰਗਲ ਵਿਚ ਖਿਲਾਰਿਆ ਗਿਆ। ਧਿਆਨ ਰਹੇ ਕਿ ਇਸ ਸਮੇਂ ਪੂਰੇ ਪੰਜਾਬ ਵਿਚ ਹਰਿਆਲੀ ਮਿਸ਼ਨ ਨੂੰ ਲੈ ਕੇ ਪੌਦਿਆਂ ਨੂੰ ਲਗਾਉਣ ਦਾ ਕਾਰਜ ਕੀਤਾ ਜਾ ਰਿਹਾ ਹੈ। ਇਸਦੇ ਤਹਿਤ ਪੰਜਾਬ ਵਿਚ 3 ਕਰੋੜ ਤੋਂ ਜ਼ਿਆਦਾ ਵੱਖ-ਵੱਖ ਪ੍ਰਜਾਤੀਆਂ ਦੇ ਪੌਦਿਆਂ ਨੂੰ ਲਗਾਇਆ ਜਾ ਰਿਹਾ ਹੈ।  

 

 

ਸਰਕਾਰੀ ਕੋਠੀ ’ਚ ਸ਼ਿਫਟ ਹੋਣ ਦੀ ਚਰਚਾ

ਜਲੰਧਰ/ਬਿਊਰੋ ਨਿਊਜ਼  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਜਲੰਧਰ ਸਥਿਤ ਰਿਹਾਇਸ਼ ਬਦਲਣ ਸਬੰਧੀ ਚਰਚਾ ਚੱਲ ਰਹੀ ਹੈ। ਮੁੱਖ ਮੰਤਰੀ ਹੁਣ ਜਲੰਧਰ ਸ਼ਹਿਰ ਵਿਚ ਸਥਿਤ ਪੁਰਾਣੀ ਬਾਰਾਦਰੀ ਇਲਾਕੇ ਵਿਚ ਸ਼ਿਫਟ ਹੋਣ ਲਈ ਤਿਆਰੀ ਕਰ ਰਹੇ ਹਨ। ਜਿਸ ਸਰਕਾਰੀ ਕੋਠੀ ਵਿਚ ਸੀਐਮ ਸ਼ਿਫਟ ਹੋ ਰਹੇ ਹਨ, ਉਹ ਕੋਠੀ ਡਿਵੀਜ਼ਨਲ ਕਮਿਸ਼ਨਰ ਦੀ ਹੈ, ਜਿਨ੍ਹਾਂ ਦਾ ਹਾਲ ਹੀ ਵਿਚ ਤਬਾਦਲਾ ਹੋ ਗਿਆ ਹੈ। ਹੁਣ ਇਹ ਆਲੀਸ਼ਾਨ ਕੋਠੀ ਸੀਐਮ ਭਗਵੰਤ ਮਾਨ ਲਈ ਤਿਆਰ ਹੋ ਰਹੀ ਹੈ। ਧਿਆਨ ਰਹੇ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸੀਐਮ ਮਾਨ ਨੇ ਸ਼ਹਿਰ ਵਿਚ ਇਕ ਕੋਠੀ ਕਿਰਾਏ ’ਤੇ ਲਈ ਸੀ। ਚੋਣ ਪ੍ਰਚਾਰ ਦੇ ਦੌਰਾਨ ਉਨ੍ਹਾਂ ਨੇ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਉਹ ਚੋਣਾਂ ਤੋਂ ਬਾਅਦ ਵੀ ਜਲੰਧਰ ਵਿਚ  ਹੀ ਰਹਿਣਗੇ ਅਤੇ ਹਰ ਹਫਤੇ ਇੱਥੇ ਆ ਕੇ ਲੋਕਾਂ ਦੇ ਕੰਮ ਕਰਵਾਉਣਗੇ। ਉਨ੍ਹਾਂ ਕਿਹਾ ਸੀ ਕਿ ਮਾਝਾ ਅਤੇ ਦੋਆਬਾ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਨ੍ਹਾਂ ਦੇ ਕੰਮ ਜਲੰਧਰ ਵਿਚ ਹੀ ਹੋ ਜਾਇਆ ਕਰਨਗੇ। 

 

ਵਾਹਘਾ ਬਾਰਡਰ ’ਤੇ ਸੁਰੱਖਿਆ ਕਰਮੀਆਂ ਦੇ ਵੀ ਬੰਨ੍ਹੀਆਂ ਗਈਆਂ ਰੱਖੜੀਆਂ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਤੇ ਚੰਡੀਗੜ੍ਹ ਸਣੇ ਅੱਜ ਦੇਸ਼ ਭਰ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਰੱਖੜੀ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਹੋਰ ਵੀ ਸਿਆਸੀ ਆਗੂਆਂ ਵਲੋਂ ਵਧਾਈਆਂ ਦਿੱਤੀਆਂ ਗਈਆਂ। ਧਿਆਨ ਰਹੇ ਕਿ ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਵਲੋਂ ਆਪਣੇ ਭਰਾਵਾਂ ਦੇ ਗੁੱਟਾਂ ’ਤੇ ਰੱਖੜੀਆਂ ਬੰਨ੍ਹੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਜਾਂਦਾ ਹੈ। ਇਸੇ ਦੌਰਾਨ ਅੱਜ ਵਾਹਗਾ ਬਾਰਡਰ ’ਤੇ ਵੀ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਈ ਭੈਣਾਂ ਫੌਜੀ ਜਵਾਨਾਂ ਦੇ ਗੁੱਟਾਂ ’ਤੇ ਰੱਖੜੀ ਬੰਨਣ ਲਈ ਪਹੁੰਚੀਆਂ। ਧਿਆਨ ਰਹੇ ਕਿ ਸਾਲ 1968 ’ਚ ਅਟਾਰੀ ਸਰਹੱਦ ’ਤੇ ਫੌਜੀ ਜਵਾਨਾਂ ਦੇ ਰੱਖੜੀ ਬੰਨ੍ਹਣ ਦਾ ਸਿਲਸਿਲਾ ਸ਼ੁਰੂ ਹੋਇਆ ਸੀ, ਜੋ ਅੱਜ ਵੀ ਜਾਰੀ ਹੈ। ਉਸ ਸਮੇਂ ਪ੍ਰੋਫੈਸਰ ਲਕਸ਼ਮੀ ਕਾਂਤਾ ਚਾਵਲਾ ਵਲੋਂ ਸ਼ੁਰੂ ਕੀਤਾ ਹੋਇਆ ਇਹ ਕਾਰਜ, ਅੱਜ ਦੇਸ਼ ਦੀਆਂ ਹੋਰ ਸਰਹੱਦਾਂ ’ਤੇ ਵੀ ਪਹੁੰਚ ਚੁੱਕਾ ਹੈ। ਪੰਜਾਬ ਦੀ ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਕਾਲਜ ਵਿਚ ਪ੍ਰੋਫੈਸਰ ਰਹਿੰਦੇ ਹੋਏ ਸਰਹੱਦ ’ਤੇ ਫੌਜੀ ਜਵਾਨਾਂ ਦੇ ਰੱਖੜੀਆਂ ਬੰਨ੍ਹਣ ਦਾ ਕਾਰਜ ਸ਼ੁਰੂ ਕੀਤਾ ਸੀ। ਹੁਣ ਝਾਰਖੰਡ, ਪੁੰਛ, ਹੁਸੈਨੀਵਾਲਾ, ਅਜਨਾਲਾ, ਖੇਮਕਰਨ, ਭਿੱਖੀਵਿੰਡ ਅਤੇ ਡੇਰਾ ਬਾਬਾ ਨਾਨਕ ਦੇ ਖੇਤਰ ਵਿਚ ਪੈਂਦੀ  ਸਰਹੱਦ ’ਤੇ ਵੀ ਇਸ ਪ੍ਰਕਿਰਿਆ ਨੂੰ ਲੋਕ ਅੱਗੇ ਵਧਾ ਰਹੇ ਹਨ।   

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਦੀ ਮੱਦਦ ਨਾਲ ਆਟੋਨੋਮਸ ਕਾਲਜਾਂ ਦੇ ਰੂਪ ਵਿਚ ਅਪਗਰੇਡ ਕਰਨ ਲਈ 8 ਸਰਕਾਰੀ ਕਾਲਜਾਂ ਦੀ ਪਹਿਚਾਣ ਕੀਤੀ ਹੈ। ਇਸ ਲਿਸਟ ਵਿਚ ਸਰਕਾਰੀ ਗਰਲਜ਼ ਕਾਲਜ ਲੁਧਿਆਣਾ ਅਤੇ ਲੁਧਿਆਣਾ ਦਾ ਹੀ ਐਸ.ਸੀ.ਡੀ. ਸਰਕਾਰੀ ਕਾਲਜ ਸ਼ਾਮਲ ਹੈ। ਇਸੇ ਤਰ੍ਹਾਂ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਅਤੇ ਪਟਿਆਲਾ ਦਾ ਹੀ ਸਰਕਾਰੀ ਗਰਲਜ਼ ਕਾਲਜ ਵੀ ਇਸ ਵਿਚ ਸ਼ਾਮਲ ਹੈ। ਇਸੇ ਤਰ੍ਹਾਂ ਸਰਕਾਰੀ ਕਾਲਜ ਫਾਰ ਵੂਮੈਨ ਅੰਮਿ੍ਰਤਸਰ ਅਤੇ ਮੋਹਾਲੀ, ਮਾਲੇਰਕੋਟਲਾ ਤੇ ਹੁਸ਼ਿਆਰਪੁਰ ਦੇ ਸਰਕਾਰੀ ਕਾਲਜਾਂ ਦਾ ਨਾਮ ਵੀ ਇਸ ਲਿਸਟ ਵਿਚ ਸ਼ਾਮਲ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਬਾਹਰ ਆਉਣ ਤੋਂ ਬਾਅਦ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਕਿ ਸਿੱਖਿਆ ਮਾਡਲ ਦੇ ਨਾਮ ’ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸਿੱਖਿਆ ਦੇ ਖਿਲਾਫ ਹੀ ਕੰਮ ਕਰ ਰਹੀ ਹੈ। ਵੜਿੰਗ ਨੇ ਕਿਹਾ ਕਿ ਪਹਿਲਾਂ ਤੋਂ ਚੱਲ ਰਹੇ ਸਰਕਾਰੀ ਕਾਲਜਾਂ ਦੇ ਨਿੱਜੀਕਰਨ ਦੀ ਦਿਸ਼ਾ ਵਿਚ ਭਗਵੰਤ ਮਾਨ ਸਰਕਾਰ ਦਾ ਇਹ ਕੰਮ ਸਾਡੇ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਘਾਤਕ ਸਾਬਤ ਹੋਵੇਗਾ। 

 

ਸਰਕਾਰੀ ਕਾਲਜਾਂ ਨੂੰ ਖੁਦਮੁਖਤਿਆਰ ਬਣਾਉਣ ਦਾ ਮਾਮਲਾ ਗਰਮਾਉਣ ਲੱਗਾ

ਐਨ.ਐਸ.ਯੂ.ਆਈ. ਨੇ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ 8 ਸਰਕਾਰੀ ਕਾਲਜਾਂ ਨੂੰ ਖੁਦਮੁਖਤਿਆਰ ਕਾਲਜ ਬਣਾਉਣ ਦਾ ਮਾਮਲਾ ਹੁਣ ਗਰਮਾਉਣ ਲੱਗਾ ਹੈ। ਇਸ ਸਬੰਧੀ ਐਨ.ਐਸ.ਯੂ.ਆਈ. ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਮੋਹਾਲੀ ਸਰਕਾਰੀ ਕਾਲਜ ਦੇ ਪਿ੍ਰੰਸੀਪਲ ਨੂੰ ਮੰਗ-ਪੱਤਰ ਸੌਂਪਿਆ ਹੈ। ਈਸ਼ਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕਾਲਜਾਂ ਨੂੰ ਖੁਦਮੁਖਤਿਆਰ ਬਣਾਉਣ ਦੇ ਨਾਲ ਕਾਲਜ ਬਾਹਰੋਂ ਸਰਕਾਰੀ ਹੋਣਗੇ ਪਰ ਅੰਦਰੋਂ ਪ੍ਰਾਈਵੇਟ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਕਾਲਜਾਂ ਦਾ ਸਟੇਟਸ ਬਦਲ ਜਾਵੇਗਾ ਤਾਂ ਇਨ੍ਹਾਂ ਕਾਲਜਾਂ ਵਿਚ ਵਿਦਿਆਰਥੀਆਂ ਦੀ ਫੀਸ ਵਧਾਉਣ ਦੀ ਪਾਵਰ ਪਿ੍ਰੰਸੀਪਲ ਕੋਲ ਚਲੀ ਜਾਵੇਗੀ। ਉਨ੍ਹਾਂ ਕਿਹਾ ਇਨ੍ਹਾਂ ਕਾਲਜਾਂ ਦੇ ਪਿ੍ਰੰਸੀਪਲ ਆਪਣੇ ਮੁਤਾਬਕ ਵਿਦਿਆਰਥੀਆਂ ਦੀ ਫੀਸ ਵਿਚ ਵਾਧਾ ਕਰਨਗੇ। ਈਸ਼ਰਪ੍ਰੀਤ ਸਿੰਘ ਸਿੱਧੂ ਨੇ ਆਰੋਪ ਲਗਾਉਂਦਿਆਂ ਕਿਹਾ ਕਿ  ਪਹਿਲਾਂ ਇਹ ਸਰਕਾਰਾਂ ਖੇਤੀ ਨੂੰ ਪ੍ਰਾਈਵੇਟ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਸਨ ਅਤੇ ਹੁਣ ਇਹ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਵੱਲ ਨੂੰ ਤੁਰ ਪਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ 31 ਅਗਸਤ ਤੱਕ ਦਾ ਅਲਟੀਮੇਟਮ ਦਿੰਦੇ ਹਾਂ, ਇਸ ਤੋਂ ਬਾਅਦ ਅਸੀਂ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਸਰਕਾਰ ਦੇ ਇਸ ਫੈਸਲੇ ਦੇ ਖਿਲਾਫ ਧਰਨਾ ਵੀ ਸ਼ੁਰੂ ਕਰਾਂਗੇ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.