ਚੰਡੀਗੜ੍ਹ : ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ) ਨੂੰ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ‘ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸਬੰਧੀ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਕੁਤਾਹੀ ਨਾ ਹੋਵੇ।
ਡੀ.ਐਫ.ਐਸ.ਸੀਜ਼ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਆਉਣ ਵਾਲੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਸ੍ਰੀ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਰੇਕ ਮੰਡੀ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।
ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਨੂੰ ਅਪ੍ਰੈਲ ਮਹੀਨੇ ਲਈ 30973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਕੋਲ 122 ਲੱਖ ਮੀਟ੍ਰਿਕ ਟਨ (ਐਲਐਮਟੀ) ਕਣਕ ਦੀ ਖ਼ਰੀਦ ਦਾ ਟੀਚਾ ਹੈ। ਹਾਲਾਂਕਿ ਵਿਭਾਗ ਵੱਲੋਂ 132 ਐਲ.ਐਮ.ਟੀ. ਕਣਕ ਦੀ ਖਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਇਨ੍ਹਾਂ ਤਿਆਰੀਆਂ ਦੇ ਹਿੱਸੇ ਵਜੋਂ 1897 ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪੱਧਰੀ ਖਰੀਦ ਕਮੇਟੀਆਂ (ਡੀ.ਐਲ.ਪੀ.ਸੀਜ਼) ਤੋਂ ਹੋਰ 266 ਆਰਜ਼ੀ ਯਾਰਡਾਂ ਲਈ ਪ੍ਰਸਤਾਵ ਹਾਸਿਲ ਹੋਏ ਹਨ। ਉਨ੍ਹਾਂ ਦੱਸਿਆ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।
ਬਾਰਦਾਨੇ ਦੇ ਮੁੱਦੇ 'ਤੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਮੰਡੀਆਂ ਵਿੱਚ ਬਾਰਦਾਨੇ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਵਾਸਤੇ ਅੱਗੇ ਇਸਦੀ ਜ਼ਿੰਮੇਵਾਰੀ ਇੰਸਪੈਕਟਰਾਂ ਨੂੰ ਸੌਂਪਣ ਲਈ ਕਿਹਾ।
ਫ਼ਸਲ ਦੇ ਭੰਡਾਰਨ ਵਾਲੀ ਥਾਂ ਦੇ ਮੁੱਦੇ 'ਤੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਿਛਲੇ ਸੀਜ਼ਨਾਂ ਦੀ ਉਪਜ ਨੂੰ ਚੁੱਕਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਨਿਯਮਿਤ ਅੰਤਰਾਲਾਂ 'ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾਇਆ ਗਿਆ ਹੈ ਤਾਂ ਜੋ ਆਉਣ ਵਾਲੇ ਸੀਜ਼ਨਾਂ ਦੀ ਉਪਜ ਲਈ ਢੁਕਵੀਂ ਜਗ੍ਹਾ ਦੀ ਉਪਲੱਬਧਾ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਡੀਐਫਐਸਸੀਜ਼ ਭੰਡਾਰਨ ਵਾਲੀ ਥਾਂ ਦੇ ਸਬੰਧ ਵਿੱਚ ਆਪਣੇ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨਾਲ ਨਿਰੰਤਰ ਸੰਪਰਕ ਕਾਇਮ ਰੱਖਣ ਅਤੇ ਇਸ ਸਬੰਧੀ ਮੁੱਖ ਦਫ਼ਤਰ ਨੂੰ ਲਗਾਤਾਰ ਜਾਣੂੰ ਕਰਵਾਉਂਦੇ ਰਹਿਣ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਰਪਾਲਾਂ, ਲੱਕੜ ਦੇ ਕਰੇਟ ਆਦਿ ਦੇ ਸਬੰਧ ਵਿੱਚ ਪੁਖਤਾ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਹੈ।
ਇਸਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ, ਡੀਜ਼ਲ ਅਤੇ ਐਲਪੀਜੀ ਸਪਲਾਈ ਦੇ ਮੁੱਦੇ 'ਤੇ ਭਰੋਸਾ ਦਿੱਤਾ ਅਤੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਇਨ੍ਹਾਂ ਵਸਤਾਂ ਦੀ ਸਪਲਾਈ ਨੂੰ ਕਾਇਮ ਰੱਖਣ ਲਈ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਤਾਲਮੇਲ ਰੱਖ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਪਲਾਈ ਦੀ ਨਿਗਰਾਨੀ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2233001 ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਨੂੰ ਨਿਯਮਿਤ ਅਤੇ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੇ ਅਧੀਨ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਮੌਜੂਦ ਸਨ।
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਨੂੰ 508 ਐਮਰਜੈਂਸੀ ਰਿਸਪਾਂਸ ਵਹੀਕਲ ਸੌਂਪੇ*
*ਇਹ ਵਾਹਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ; 112 ਡਾਇਲ ਕਰਨ 'ਤੇ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਸਾਰੇ ਵਾਹਨ ਮੋਬਾਈਲ ਡਾਟਾ ਟਰਮੀਨਲ, ਸਮਾਰਟਫੋਨ, ਡੈਸ਼ ਕੈਮਰੇ, ਵਾਇਰਲੈੱਸ ਸਿਸਟਮ ਅਤੇ ਜੀਪੀਐਸ ਟਰੈਕਰਾਂ ਨਾਲ ਲੈਸ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡਾ ਪਲਾਂਟ ਸਥਾਪਤ ਕਰਨਾ ਮਜ਼ਬੂਤ ਕਾਨੂੰਨ ਵਿਵਸਥਾ ਦਾ ਪ੍ਰਤੱਖ ਪ੍ਰਮਾਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*4 ਸਾਲਾਂ ਵਿੱਚ ਅਸੀਂ ਪੁਲਿਸ ਵਾਹਨਾਂ 'ਤੇ 327.70 ਕਰੋੜ ਰੁਪਏ ਖਰਚੇ ਜਦੋਂ ਕਿ 'ਕੈਪਟਨ ਸਰਕਾਰ' ਨੇ 92.52 ਕਰੋੜ ਅਤੇ ਅਕਾਲੀ ਦਲ ਨੇ 160 ਕਰੋੜ ਰੁਪਏ ਖਰਚੇ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪੁਲਿਸ ਦੇ ਆਧੁਨਿਕੀਕਰਨ ਨੇ ਨਾ ਸਿਰਫ਼ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਹੈ ਸਗੋਂ ਨਸ਼ਾ ਤਸਕਰਾਂ 'ਤੇ ਵੀ ਸ਼ਿਕੰਜਾ ਕੱਸਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਸੰਗਰੂਰ, 31 ਮਾਰਚ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਐਮਰਜੈਂਸੀ ਹਾਲਾਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ। ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਸਗੋਂ ਨਸ਼ਾ ਤਸਕਰਾਂ 'ਤੇ ਵੀ ਨਕੇਲ ਕਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹੈ ਜੋ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡੇ ਪਲਾਂਟ ਸਥਾਪਤ ਕਰਨ ਲਈ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਤੋਂ ਸਪੱਸ਼ਟ ਹੁੰਦਾ ਹੈ।
ਸੰਗਰੂਰ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਆਖਰੀ ਵਾਰ ਵਜੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਦਾ ਸਮਾਜਿਕ ਬਾਈਕਾਟ ਕਰਨਾ ਜ਼ਰੂਰੀ ਹੈ।” ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ ਉਨ੍ਹਾਂ ਨਾਲ ਬਿਲਕੁਲ ਵੀ ਨਰਮੀ ਨਹੀਂ ਵਰਤਣੀ ਚਾਹੀਦੀ। ਉਨ੍ਹਾਂ ਕਿਹਾ, “ਅਜਿਹੇ ਤੱਤਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਅਤੇ ਇਹਨਾਂ ਦਾ ਸਮਾਜਿਕ ਬਾਈਕਾਟ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਅਹਿਮ ਭੂਮਿਕਾ ਨਿਭਾਏਗਾ।”
ਸਰਕਾਰ ਦੀ ਸਖ਼ਤ ਕਾਰਵਾਈ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੇ ਵਪਾਰ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸਜ਼ਾ ਦਰ 87 ਫੀਸਦ ਤੱਕ ਪਹੁੰਚ ਗਈ ਹੈ ਜੋ ਕਿ ਕਿਸੇ ਵੀ ਹੋਰ ਸੂਬੇ ਨਾਲੋਂ ਕਿਤੇ ਵੱਧ ਹੈ।” ਉਨ੍ਹਾਂ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਪੰਜਾਬ ਵਿੱਚ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਸਾਬਤ ਹੋ ਰਹੀ ਹੈ ਜਿਸ ਤਹਿਤ ਸਪਲਾਈ ਚੇਨ ਤੋੜ ਕੇ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਇਸ ਗੈਰ-ਕਾਨੂੰਨੀ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ ਹੈ।”
ਲੋਕ ਲਹਿਰ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਨਸ਼ਿਆਂ ਵਿਰੁੱਧ ਇਸ ਯੁੱਧ ਨੂੰ ਜਨਤਕ ਸਮਰਥਨ ਨਾਲ ਲੋਕ ਲਹਿਰ ਵਿੱਚ ਬਦਲਣ ਲਈ ਇੱਕ ਵਿਆਪਕ ਅਤੇ ਬਹੁ-ਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ।" ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਮੌਜੂਦਾ ਸਰਕਾਰ ਨੇ ਤਸਕਰਾਂ ਨੂੰ ਸੂਬੇ ਵਿੱਚ ਪੈਰ ਪਸਾਰਨ ਦੀ ਇਜਾਜ਼ਤ ਦੇਣ ਦੀ ਬਜਾਏ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ, "ਸਾਡੀ ਲੜਾਈ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਰੱਖਿਆ ਲਈ ਹੈ ਅਤੇ ਇਹ ਨਿਰੰਤਰ ਜਾਰੀ ਰਹੇਗੀ।"
'ਨਸ਼ਾ ਅੱਤਵਾਦ' ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਪੁਲਿਸ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਸਰਗਰਮੀ ਨਾਲ ਮੁਕਾਬਲਾ ਕਰ ਰਹੀ ਹੈ ਅਤੇ ਦੁਸ਼ਮਣ ਤਾਕਤਾਂ ਦਾ ਸਖ਼ਤ ਮੁਕਾਬਲਾ ਕਰਦੇ ਹੋਏ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਹੀ ਹੈ।"
ਉਨ੍ਹਾਂ ਪ੍ਰਬੰਧਕੀ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਕਿਹਾ, "ਪਹਿਲੀ ਵਾਰ ਜ਼ਮੀਨੀ ਪੱਧਰ ਤੱਕ ਪਹੁੰਚ ਅਪਣਾਈ ਗਈ ਹੈ ਜਿਸ ਤਹਿਤ ਹੁਣ ਸਿਰਫ਼ ਸੀਨੀਅਰ ਅਧਿਕਾਰੀਆਂ ਦੀ ਬਜਾਏ ਜ਼ਮੀਨੀ ਪੱਧਰ 'ਤੇ ਐਸਐਚਓਜ਼ ਨੂੰ ਵਾਹਨ ਪ੍ਰਦਾਨ ਕੀਤੇ ਜਾ ਰਹੇ ਹਨ।"
ਕਾਨੂੰਨ ਵਿਵਸਥਾ ਨੂੰ ਆਰਥਿਕ ਵਿਸ਼ਵਾਸ ਨਾਲ ਜੋੜਦਿਆਂ ਉਨ੍ਹਾਂ ਕਿਹਾ, "ਕਾਨੂੰਨ ਵਿਵਸਥਾ ਦਾ ਮੁਲਾਂਕਣ ਕਰਨ ਦਾ ਸਭ ਤੋਂ ਵਧੀਆ ਮਾਪਦੰਡ ਸੂਬੇ ਵਿੱਚ ਕੀਤਾ ਜਾਣ ਵਾਲਾ ਨਿਵੇਸ਼ ਹੈ ਅਤੇ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡਾ ਪਲਾਂਟ ਸਥਾਪਤ ਕੀਤਾ ਗਿਆ ਜੋ ਸੂਬੇ ਦੀ ਬਿਹਤਰ ਕਾਨੂੰਨ ਵਿਵਸਥਾ ਦਾ ਪ੍ਰਤੱਖ ਪ੍ਰਮਾਣ ਹੈ।" ਉਨ੍ਹਾਂ ਅੱਗੇ ਕਿਹਾ, "ਪੰਜਾਬ ਸਭ ਤੋਂ ਸੁਰੱਖਿਅਤ ਥਾਵਾਂ ਵਿੱਚੋਂ ਇੱਕ ਹੈ ਅਤੇ ਇਸਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ ਜਿਸਨੇ ਫੋਰਸ ਅਤੇ ਲੋਕਾਂ ਦਰਮਿਆਨ ਪਾੜੇ ਨੂੰ ਪੂਰਿਆ ਹੈ।"
ਸੜਕ ਸੁਰੱਖਿਆ ਵਿੱਚ ਕੀਤੇ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਹਾਈਵੇਅ 'ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰਖੀਆ ਫੋਰਸ ਸ਼ੁਰੂ ਕੀਤੀ ਹੈ।” ਉਨ੍ਹਾਂ ਕਿਹਾ, “1,597 ਸਿਖਲਾਈ ਪ੍ਰਾਪਤ ਕਰਮਚਾਰੀਆਂ ਅਤੇ 144 ਆਧੁਨਿਕ ਵਾਹਨਾਂ ਦੇ ਨਾਲ ਇਸ ਫੋਰਸ ਨੇ ਆਪਣੀ ਸ਼ੁਰੂਆਤ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦ ਦੀ ਕਮੀ ਲਿਆਂਦੀ ਹੈ।” ਉਨ੍ਹਾਂ ਕਿਹਾ, “4,200 ਕਿਲੋਮੀਟਰ ਦੁਰਘਟਨਾ-ਪ੍ਰਭਾਵਿਤ ਹਾਈਵੇਅ 'ਤੇ ਤਾਇਨਾਤ, ਇਹ ਫੋਰਸ ਨਾ ਸਿਰਫ਼ ਗਸ਼ਤ ਕਰਦੀ ਹੈ ਬਲਕਿ ਉਲੰਘਣਾਵਾਂ ਵਿਰੁੱਧ ਰੋਕਥਾਮ ਵਜੋਂ ਵੀ ਕੰਮ ਕਰਦੀ ਹੈ। ਇਸ ਪਹਿਲ ਦੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸ਼ਲਾਘਾ ਕੀਤੀ ਹੈ।”
ਪੁਲਿਸ ਦੇ ਆਧੁਨਿਕੀਕਰਨ ਬਾਰੇ ਗੱਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ, ਐਮਰਜੈਂਸੀ ਰਿਸਪਾਂਸ ਵਾਹਨ ਪਹਿਲਕਦਮੀ ਤਹਿਤ 508 ਨਵੀਆਂ ਬੋਲੇਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾ ਰਿਹਾ ਹੈ ਅਤੇ ਡਾਇਲ-112 ਤਹਿਤ ਜਨਤਕ ਸੇਵਾ ਲਈ ਸਮਰਪਿਤ ਹਨ।” ਉਨ੍ਹਾਂ ਕਿਹਾ, “ਇਹ ਵਾਹਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ ਜੋ ਨਾਗਰਿਕਾਂ ਨੂੰ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ।”
ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਡਾਇਲ-112 ਫਲੀਟ ਵਿੱਚ ਵਾਹਨਾਂ ਦੀ ਗਿਣਤੀ ਵਧ ਕੇ 764 ਹੋ ਗਈ ਹਨ, ਜੋ ਸਾਰੇ ਜੀਪੀਐਸ ਟਰੈਕਰਸ, ਡੈਸ਼ ਕੈਮਰੇ ਅਤੇ ਮੋਬਾਈਲ ਡਾਟਾ ਸਿਸਟਮ ਸਮੇਤ ਅਤਿ-ਆਧੁਨਿਕ ਤਕਨਾਲੋਜੀਆਂ ਨਾਲ ਲੈਸ ਹਨ। ਬਿਹਤਰ ਕੁਸ਼ਲਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਡਾਇਲ-112 'ਤੇ ਰੋਜ਼ਾਨਾ 15,000 ਕਾਲਾਂ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਲਗਭਗ 1,500 ਕਾਲਾਂ ਲਈ ਸਹਾਇਤਾ ਵਜੋਂ ਤੁਰੰਤ ਵਾਹਨ ਭੇਜੇ ਜਾਂਦੇ ਹਨ ਅਤੇ ਪ੍ਰਕਿਰਿਆ ਸਮਾਂ 30-45 ਮਿੰਟਾਂ ਤੋਂ ਘਟਾ ਕੇ ਸਿਰਫ਼ 13-14 ਮਿੰਟ ਰਹਿ ਗਿਆ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੁਲਿਸ ਭਲਾਈ ਲਈ ਬਹੁਤ ਘੱਟ ਫੰਡ ਅਲਾਟ ਕੀਤੇ ਸਨ ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 327.69 ਕਰੋੜ ਰੁਪਏ ਦਾ ਨਿਵੇਸ਼ ਕਰਕੇ ਸਾਲ 2022 ਤੋਂ ਹੁਣ ਤੱਕ 2,904 ਨਵੇਂ ਵਾਹਨ ਖਰੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਹਰ ਪੁਲਿਸ ਸਟੇਸ਼ਨ ਕੋਲ ਘੱਟੋ-ਘੱਟ ਇੱਕ ਨਵਾਂ ਵਾਹਨ ਹੈ।
ਵਿਸ਼ੇਸ਼ ਯੂਨਿਟਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਏਐਨਟੀਐਫ ਲਈ 22 ਮਹਿੰਦਰਾ ਸਕਾਰਪੀਓ ਵਾਹਨ ਖਰੀਦਣ ਦੇ ਨਾਲ- ਨਾਲ ਗਤੀਸ਼ੀਲਤਾ ਅਤੇ ਔਰਤਾਂ ਦੀ ਸੁਰੱਖਿਆ ਲਈ ਇਲੈਕਟ੍ਰਿਕ ਸਕੂਟਰ ਵੀ ਖਰੀਦੇ ਗਏ ਹਨ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸਾਲ 2026-27 ਵਿੱਚ ਹੋਰ ਵਾਹਨ ਖਰੀਦ ਲਈ 11.45 ਕਰੋੜ ਰੁਪਏ ਵੀ ਅਲਾਟ ਕੀਤੇ ਗਏ ਹਨ।
ਪੰਜਾਬ ਵਿੱਚ ਸੁਰੱਖਿਆ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਅੱਤਵਾਦ ਦੇ ਔਖੇ ਪੜਾਵਾਂ ਵਿੱਚੋਂ ਲੰਘਿਆ ਹੈ, ਪਰ ਪੁਲਿਸ ਕਰਮਚਾਰੀਆਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਸੂਬੇ ਵਿੱਚ ਸ਼ਾਂਤੀ ਬਹਾਲ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਅਤੇ ਅੱਜ ਸੂਬੇ ਨੂੰ ਇਸ ਦੀ ਸ਼ਾਂਤੀ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਹੱਦੀ ਰਾਜ ਵਜੋਂ ਦਰਪੇਸ਼ ਚੁਣੌਤੀਆਂ ਦੇ ਬਾਵਜੂਦ, ਪੰਜਾਬ ਪੁਲਿਸ ਪੂਰੀ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾ ਰਹੀ ਹੈ।
ਭਵਿੱਖ ਦੇ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਪੰਜਾਬ ਪੁਲਿਸ ਦੀ ਕੁਸ਼ਲਤਾ ਵਧਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰੇਗੀ, ਜੋ ਸੂਬੇ ਨੂੰ ਦੇਸ਼ ਵਿੱਚ ਇੱਕ ਮੋਹਰੀ ਫੋਰਸ ਬਣਾਏਗਾ ਅਤੇ ਵਿਗਿਆਨਕ ਤਰੀਕਿਆਂ ਰਾਹੀਂ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰੇਗਾ।
ਮੁੱਖ ਮੰਤਰੀ ਨੇ ਕਿਸਾਨ ਭਲਾਈ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਖੇਤੀਬਾੜੀ ਵਾਲੀ ਜ਼ਮੀਨ ਵਿੱਚੋਂ ਲੰਘਦੀਆਂ ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਹੀ ਹੈ, ਜਿਸ ਨਾਲ ਕਿਸਾਨਾਂ ਅਤੇ ਉਨ੍ਹਾਂ ਦੀਆਂ ਫਸਲਾਂ ਲਈ ਜੋਖਮ ਘੱਟ ਜਾਣਗੇ।”
ਭਰਤੀ ਬਾਰੇ ਉਨ੍ਹਾਂ ਕਿਹਾ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵਿੱਚ 12,197 ਭਰਤੀਆਂ ਕੀਤੀਆਂ ਗਈਆਂ ਹਨ ਅਤੇ ਹੋਰ ਭਰਤੀ ਪ੍ਰਕਿਰਿਆਵਾਂ ਚੱਲ ਰਹੀਆਂ ਹਨ, ਜਿਸ ਸਬੰਧੀ ਮਾਰਚ 2026 ਵਿੱਚ 1,746 ਕਾਂਸਟੇਬਲ ਅਤੇ 3,298 ਨਵੇਂ ਅਹੁਦੇ ਸ਼ਾਮਲ ਕਰਨ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ।
ਪਾਰਦਰਸ਼ੀ ਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਟੈਕਸ ਦੇ ਪੈਸੇ ਨੂੰ ਵਿਕਾਸ ਕਾਰਜਾਂ 'ਤੇ ਪੂਰੀ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਸੂਬਾ ਵਾਸੀਆਂ ਲਈ ਸਿੱਖਿਆ, ਸਿਹਤ ਸੰਭਾਲ, ਬੁਨਿਆਦੀ ਢਾਂਚੇ ਅਤੇ ਭਲਾਈ ਸਕੀਮਾਂ ਵਿੱਚ ਲਾਭ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ ਅਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਇਮਾਨਦਾਰ ਸ਼ਾਸਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ਸਿਰਫ਼ ਸੱਤਾ ਹਥਿਆਉਣ 'ਤੇ ਧਿਆਨ ਦਿੰਦੀਆਂ ਹਨ, ਉੱਥੇ ਹੀ ਸਾਡੀ ਸਰਕਾਰ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਖੇਤਰ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਮੌਕਾਪ੍ਰਸਤ ਰਾਜਨੀਤੀ ਨੂੰ ਛੱਡ ਕੇ ਇੱਕ ਅਜਿਹੀ ਸਰਕਾਰ ਚੁਣੀ ਹੈ ਜੋ ਉਨ੍ਹਾਂ ਲਈ ਕੰਮ ਕਰਦੀ ਹੈ।
ਵਿਰੋਧੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਆਗੂ ਲੋਕਾਂ ਨੂੰ ਜੁਮਲਿਆਂ ਵਿੱਚ ਫਸਾ ਕੇ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖ ਰਹੇ ਹਨ, ਪਰ ਲੋਕ ਉਨ੍ਹਾਂ ਦੇ ਟਰੈਕ ਰਿਕਾਰਡ ਤੋਂ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਦੇ ਸੁਖਬੀਰ ਸਿੰਘ ਬਾਦਲ ਨੂੰ ਸਮੁੱਚੀ ਲੀਡਰਸ਼ਿਪ ਦੀਆਂ ਜ਼ਿੰਮੇਵਾਰੀਆਂ ਨਹੀਂ ਸੌਂਪੀਆਂ ਸਨ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਰਿੰਦਰ ਗੋਇਲ ਦੇ ਨਾਲ ਡੀ.ਜੀ.ਪੀ. ਜਨਰਲ ਗੌਰਵ ਯਾਦਵ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਚੰਡੀਗੜ੍ਹ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਸ੍ਰੀਮਤੀ ਰੀਨਾ ਗੁਪਤਾ ਦੀ ਪ੍ਰਧਾਨਗੀ ਹੇਠ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਨਵੇਂ ਠੋਸ ਰਹਿੰਦ-ਖੂੰਹਦ ਪ੍ਰਬੰਧਨ (ਐਸਡਬਲਯੂਐਮ) ਨਿਯਮ, 2026 ਬਾਰੇ ਵਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ।
ਇਸ ਪਹਿਲ ਦਾ ਉਦੇਸ਼ ਜਾਗਰੂਕਤਾ ਪੈਦਾ ਕਰਨਾ ਅਤੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸੋਧੇ ਗਏ ਨਿਯਮਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣਾ ਸੀ।
ਨਵੇਂ ਨੋਟੀਫਾਈ ਕੀਤੇ ਐਸਡਬਲਯੂਐਮ ਨਿਯਮ, 2026 ਤਹਿਤ 2016 ਦੇ ਢਾਂਚੇ ਵਿੱਚ ਕੀਤੇ ਅਹਿਮ ਅੱਪਡੇਟ ਕੀਤੇ ਗਏ ਹਨ ਅਤੇ ਇਹ 1 ਅਪ੍ਰੈਲ, 2026 ਤੋਂ ਲਾਗੂ ਹੋਣਗੇ। ਸੋਧੇ ਹੋਏ ਨਿਯਮਾਂ ਤਹਿਤ ਵਿਗਿਆਨਕ ਢੰਗ ਨਾਲ ਰਹਿੰਦ-ਖੂੰਹਦ ਪ੍ਰਬੰਧਨ, ਸਰੋਤਾਂ 'ਤੇ ਹੀ ਕੂੜੇ ਨੂੰ ਵੱਖ-ਵੱਖ ਕਰਨ ਅਤੇ ਭਾਈਵਾਲਾਂ ਦੀ ਜਵਾਬਦੇਹੀ ਵਿੱਚ ਵਾਧਾ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ। ਇਸ ਸਿਖਲਾਈ ਪ੍ਰੋਗਰਾਮ ਵਿੱਚ 268 ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਵਿੱਚ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀਜ਼) ਦੇ ਕਾਰਜਕਾਰੀ ਅਧਿਕਾਰੀ, ਐਸਡਬਲਯੂਐਮ ਨੋਡਲ ਅਫਸਰ, ਪ੍ਰੋਗਰਾਮ ਕੋਆਰਡੀਨੇਟਰ, ਸਮਰੱਥਾ ਨਿਰਮਾਣ ਮਾਹਿਰ ਅਤੇ ਪੀਪੀਸੀਬੀ ਦੇ ਅਧਿਕਾਰੀ ਸ਼ਾਮਲ ਸਨ। ਸੈਸ਼ਨ ਦੌਰਾਨ ਭੂਮਿਕਾਵਾਂ, ਜ਼ਿੰਮੇਵਾਰੀਆਂ ਅਤੇ ਨਵੇਂ ਰੈਗੂਲੇਟਰੀ ਨਿਯਮਾਂ ਅਧੀਨ ਲੋੜੀਂਦੇ ਲਾਗੂਕਰਨ ਢਾਂਚੇ ਬਾਰੇ ਜਾਣਕਾਰੀ ਦਿੱਤੀ ਗਈ।
ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਟੀਆਈਈਟੀ) ਦੇ ਊਰਜਾ ਅਤੇ ਵਾਤਾਵਰਣ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਧਮੋਧਰਨ ਕੇ. ਨੇ ਦੋ ਘੰਟੇ ਦੇ ਸੈਸ਼ਨ ਦਾ ਸੰਚਾਲਨ ਕੀਤਾ ਜਿਸ ਵਿੱਚ ਉਨ੍ਹਾਂ ਨੇ ਮੁੱਖ ਪ੍ਰਬੰਧਾਂ, 2016 ਦੇ ਨਿਯਮਾਂ ਵਿੱਚ ਢਾਂਚਾਗਤ ਤਬਦੀਲੀਆਂ ਅਤੇ ਲਾਗੂਕਰਨ ਸਬੰਧੀ ਵਿਹਾਰਕ ਚੁਣੌਤੀਆਂ ਬਾਰੇ ਚਰਚਾ ਕੀਤੀ। ਇਸ ਤੋਂ ਇਲਾਵਾ, ਪੀਪੀਸੀਬੀ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਸ੍ਰੀ ਅਕਸ਼ਿਤ ਕਪਿਲ ਨੇ ਇੱਕ ਸੈਸ਼ਨ ਦੌਰਾਨ ਸੋਧੇ ਗਏ ਨਿਯਮਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ, ਜਿਸ ਵਿੱਚ ਖੇਤਰੀ ਪੱਧਰ 'ਤੇ ਲਾਗੂਕਰਨ ਸਬੰਧੀ ਵੱਡੀਆਂ ਤਬਦੀਲੀਆਂ ਅਤੇ ਉਨ੍ਹਾਂ ਦੇ ਪ੍ਰਭਾਵਾਂ ਨੂੰ ਉਜਾਗਰ ਕੀਤਾ ਗਿਆ।
ਇਹ ਪ੍ਰੋਗਰਾਮ ਵਿਭਾਗਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਅਤੇ ਲਾਗੂਕਰਨ ਦੀ ਮਿਤੀ ਤੋਂ ਪਹਿਲਾਂ ਸਾਰੀਆਂ ਤਿਆਰੀ ਨੂੰ ਯਕੀਨੀ ਬਣਾਉਣ ਦੇ ਵਿਆਪਕ ਯਤਨ ਦਾ ਹਿੱਸਾ ਹੈ। ਵੱਖ-ਵੱਖ ਪੱਧਰ 'ਤੇ ਅਧਿਕਾਰੀਆਂ ਨੂੰ ਇਕਜੁੱਟ ਕਰਕੇ, ਪੀਪੀਸੀਬੀ ਦਾ ਉਦੇਸ਼ ਰੈਗੂਲੇਟਰੀ ਢਾਂਚੇ ਬਾਰੇ ਵਿਆਪਕ ਸੂਝ ਪੈਦਾ ਕਰਨਾ ਅਤੇ ਸੂਬੇ ਭਰ ਵਿੱਚ ਇਸ ਦੇ ਸੁਚਾਰੂ ਲਾਗੂਕਰਨ ਨੂੰ ਯਕੀਨੀ ਬਣਾਉਣਾ ਹੈ।
ਇਸ ਵਰਕਸ਼ਾਪ ਦੇ ਅੰਤ ਵਿੱਚ ਆਪਸੀ ਵਿਚਾਰ-ਚਰਚਾ ਕੀਤੀ ਗਈ ਜਿਸ ਵਿੱਚ ਭਾਗੀਦਾਰਾਂ ਨੇ ਮਾਹਿਰਾਂ ਨਾਲ ਅਮਲ ਸਬੰਧੀ ਚੁਣੌਤੀਆਂ ਨੂੰ ਸਪੱਸ਼ਟ ਕੀਤਾ ਅਤੇ ਜ਼ਮੀਨੀ ਅਨੁਭਵ ਸਾਂਝੇ ਕੀਤੇ। ਇਸ ਵਰਕਸ਼ਾਪ ਨਾਲ ਪੰਜਾਬ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸਾਂ ਵਿੱਚ ਸੁਧਾਰ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਗਿਆ।
ਮੰਡੀ ਗੋਬਿੰਦਗੜ੍ਹ, 31 ਮਾਰਚ: ਦੇਸ਼ ਭਗਤ ਯੂਨੀਵਰਸਿਟੀ, ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ‘ਹੁਨਰ ਤੋਂ ਸਟਾਰਟਅੱਪ ਤੱਕ: ਪ੍ਰਾਹੁਣਚਾਰੀ ਵਿੱਚ ਨਵੀਨਤਾ ਅਤੇ ਉੱਦਮੀ ਮਾਰਗ’ ਵਿਸ਼ੇ ’ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਸੈਮੀਨਾਰ ਦਾ ਉਦੇਸ਼ ਪ੍ਰਾਹੁਣਚਾਰੀ ਉਦਯੋਗ ਵਿੱਚ ਨਵੀਨਤਾ-ਅਧਾਰਿਤ ਉੱਦਮਤਾ ਅਤੇ ਹੁਨਰ ਵਿਕਾਸ ਬਾਰੇ ਸੂਝ ਪ੍ਰਦਾਨ ਕਰਨਾ ਸੀ।
ਇਸ ਸੈਮੀਨਾਰ ਦਾ ਮੁੱਖ ਭਾਸ਼ਣ ਡਾ. ਵਰਿੰਦਰ ਸਿੰਘ ਰਾਣਾ, ਡਿਪਟੀ ਡਾਇਰੈਕਟਰ-ਰਿਸਰਚ ਅਤੇ ਸਿਟੀ ਯੂਨੀਵਰਸਿਟੀ ਅਜਮਾਨ, ਸੰਯੁਕਤ ਅਰਬ ਅਮੀਰਾਤ ਵਿਖੇ ਹੋਸਪਿਟੈਲਿਟੀ ਅਤੇ ਹੋਟਲ ਮੈਨੇਜਮੈਂਟ ਵਿਭਾਗ ਦੁਆਰਾ ਦਿੱਤਾ ਗਿਆ।
ਆਪਣੇ ਸੈਸ਼ਨ ਵਿੱਚ, ਡਾ. ਰਾਣਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਵੇਂ ਹੋਸਪਿਟੈਲਿਟੀ ਪੇਸ਼ੇਵਰ ਆਪਣੇ ਤਕਨੀਕੀ ਹੁਨਰ ਨੂੰ ਸਫਲ ਉੱਦਮੀ ਉੱਦਮਾਂ ਵਿੱਚ ਬਦਲ ਸਕਦੇ ਹਨ। ਉਨ੍ਹਾਂ ਨੇ ਅੱਜ ਦੇ ਮੁਕਾਬਲੇ ਵਾਲੇ ਹੋਸਪਿਟੈਲਿਟੀ ਲੈਂਡਸਕੇਪ ਵਿੱਚ ਟਿਕਾਊ ਸਟਾਰਟਅੱਪ ਬਣਾਉਣ ਵਿੱਚ ਨਵੀਨਤਾ, ਰਚਨਾਤਮਕਤਾ, ਅਨੁਕੂਲਤਾ ਅਤੇ ਰਣਨੀਤਕ ਸੋਚ ਦੇ ਵਧ ਰਹੇ ਮਹੱਤਵ ਨੂੰ ਉਜਾਗਰ ਕੀਤਾ।
ਇਸ ਸੈਮੀਨਾਰ ਵਿੱਚ ਮਾਣਯੋਗ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਉੱਦਮਤਾ ਅਤੇ ਨਵੀਨਤਾ ਦੀ ਪੜਚੋਲ ਕਰਨ ਲਈ ਪ੍ਰੇਰਿਤ ਕੀਤਾ।
ਇਹ ਸਮਾਗਮ ਡਾ. ਅਮਨ ਸ਼ਰਮਾ ਦੀ ਅਗਵਾਈ ਹੇਠ, ਡਾ. ਰੁਪਿੰਦਰ ਕੌਰ, ਗੁਰਕਿਰਨ ਸਿੰਘ, ਨਿਵੇਦਿਤਾ ਅਤੇ ਸ੍ਰਿਸ਼ਟੀ ਸਮੇਤ ਪ੍ਰਬੰਧਕ ਟੀਮ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।
ਇਹ ਸੈਮੀਨਾਰ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਉਭਰਦੇ ਉੱਦਮੀਆਂ ਲਈ ਬਹੁਤ ਜਾਣਕਾਰੀ ਭਰਪੂਰ ਅਤੇ ਪ੍ਰਭਾਵਸ਼ਾਲੀ ਸਾਬਤ ਹੋਇਆ।
ਸੀਐਮ ਨਿਤੀਸ਼ ਕੁਮਾਰ ਵਲੋਂ ਪੀੜਤ ਪਰਿਵਾਰਾਂ ਨੂੰ 6-6 ਲੱਖ ਰੁਪਏ ਮੁਆਵਜ਼ੇ ਦਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਦੇ ਨਾਨੰਦਾ ਜ਼ਿਲ੍ਹੇ ਦੇ ਸ਼ੀਤਲਾ ਮਾਤਾ ਮੰਦਰ ਵਿਚ ਅੱਜ ਮੰਗਲਵਾਰ ਸਵੇਰੇ ਭਗਦੜ ਮਚ ਗਈ ਅਤੇ ਇਸ ਹਾਦਸੇ ਵਿਚ 9 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਭਗਦੜ ਵਿਚ 8 ਮਹਿਲਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇਕ ਪੁਰਸ਼ ਦੀ ਹਸਪਤਾਲ ਵਿਚ ਇਲਾਜ ਦੌਰਾਨ ਜਾਨ ਚਲੇ ਗਈ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਸ਼ੀਤਲਾ ਅਸ਼ਟਮੀ ਲਈ ਮੰਦਰ ਵਿਚ ਵੱਡੀ ਗਿਣਤੀ ’ਚ ਸ਼ਰਧਾਲੂ ਇਕੱਠੇ ਹੋਏ ਸਨ ਅਤੇ ਇਹ ਵੀ ਦੱਸਿਆ ਗਿਆ ਕਿ ਮੰਦਰ ਵਿਚ ਭੀੜ ਨੂੰ ਸੰਭਾਲਣ ਲਈ ਢੁੱਕਵੇਂ ਪ੍ਰਬੰਧ ਨਹੀਂ ਸਨ। ਇਸ ਹਾਦਸੇ ਤੋਂ ਬਾਅਦ ਮੰਦਰ ਅਤੇ ਮੇਲਾ ਬੰਦ ਕਰ ਦਿੱਤਾ ਗਿਆ। ਇਸੇ ਦੌਰਾਨ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ 6-6 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।
ਏਅਰਲਾਈਨਾਂ ਨੇ ਨੋਟਿਸ ਮੁਤਾਬਕ ਆਪਣੇ ਸਮੇਂ ਵਿੱਚ ਕੀਤਾ ਬਦਲਾਅ
ਅੰਮਿ੍ਰਤਸਰ/ਬਿਊਰੋ ਨਿਊਜ਼
ਭਾਰਤੀ ਹਵਾਈ ਅੱਡਾ ਅਥਾਰਟੀ ਨੇ ਅੰਮਿ੍ਰਤਸਰ ’ਚ ਕੌਮਾਂਤਰੀ ਹਵਾਈ ਅੱਡੇ ’ਤੇ ਰਨਵੇਅ ਅਤੇ ਹੋਰ ਬੁਨਿਆਦੀ ਢਾਂਚੇ ਦੇ ਕੰਮਾਂ ਕਾਰਨ ਗਰਮੀਆਂ ਦੇ ਸੀਜ਼ਨ ਲਈ ਉਡਾਣਾਂ ਦੇ ਸਮੇਂ ਵਿੱਚ ਆਰਜ਼ੀ ਤਬਦੀਲੀ ਦਾ ਐਲਾਨ ਕੀਤਾ ਹੈ। ਏਅਰਪੋਰਟ ਅਥਾਰਟੀ ਵੱਲੋਂ ਜਾਰੀ ਕੀਤੇ ਗਏ ਨੋਟਿਸ ਅਨੁਸਾਰ, ਭਲਕੇ 1 ਅਪਰੈਲ 2026 ਤੋਂ 27 ਸਤੰਬਰ 2026 ਤੱਕ ਰਨਵੇਅ ਦੇ ਨਵੀਨੀਕਰਨ ਦਾ ਕੰਮ ਚੱਲੇਗਾ। ਨਵੇਂ ਸ਼ਡਿਊਲ ਮੁਤਾਬਕ, ਹਵਾਈ ਅੱਡੇ ਦਾ ਰਨਵੇਅ ਰੋਜ਼ਾਨਾ ਦੁਪਹਿਰ 1:45 ਵਜੇ ਤੋਂ ਰਾਤ 9:45 ਵਜੇ ਤੱਕ ਉਡਾਣਾਂ ਲਈ ਬੰਦ ਰਹੇਗਾ। ਇਸ 8 ਘੰਟੇ ਦੇ ਵਕਫੇ ਦੌਰਾਨ ਕੋਈ ਵੀ ਉਡਾਣ ਨਾ ਤਾਂ ਉਤਰ ਸਕੇਗੀ ਅਤੇ ਨਾ ਹੀ ਉਡਾਣ ਭਰ ਸਕੇਗੀ। ਸਾਰੀਆਂ ਏਅਰਲਾਈਨਾਂ ਨੇ ਇਸ ਨੋਟਿਸ ਦੇ ਮੁਤਾਬਕ ਆਪਣੇ ਸਮੇਂ ਵਿੱਚ ਬਦਲਾਅ ਕਰ ਲਿਆ ਹੈ। ਰਾਤ 9:45 ਵਜੇ ਤੋਂ ਬਾਅਦ ਰਨਵੇਅ ਨੂੰ ਦੁਬਾਰਾ ਸੰਚਾਲਣ ਲਈ ਖੋਲ੍ਹ ਦਿੱਤਾ ਜਾਵੇਗਾ। ਹਵਾਈ ਅੱਡੇ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ 3658 ਮੀਟਰ ਲੰਬੇ ਰਨਵੇਅ ਦੀ ਮੁਰੰਮਤ ਬੇਹੱਦ ਜ਼ਰੂਰੀ ਹੈ ਤਾਂ ਜੋ ਵੱਡੇ ਜਹਾਜ਼ਾਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਹੋਰ ਵੀ ਕਈ ਸੁਧਾਰ ਕੀਤੇ ਜਾਣਗੇ। ਏਅਰਪੋਰਟ ਅਥਾਰਟੀ ਨੇ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਹਵਾਈ ਅੱਡੇ ’ਤੇ ਜਾਣ ਤੋਂ ਪਹਿਲਾਂ ਆਪਣੀ ਸਬੰਧਤ ਏਅਰਲਾਈਨ ਤੋਂ ਉਡਾਣ ਦੇ ਬਦਲੇ ਹੋਏ ਸਮੇਂ ਦੀ ਪੁਸ਼ਟੀ ਜ਼ਰੂਰ ਕਰ ਲੈਣ।
ਇਕ ਲੜਕੀ ਨਾਲ ਛੇੜਛਾੜ ਅਤੇ ਮਾਰਕੁੱਟ ਦੇ ਲਾਲਪੁਰਾ ਖਿਲਾਫ ਲੱਗੇ ਸੀ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਾਲ 2013 ਦੇ ਇੱਕ ਮਾਮਲੇ ਵਿੱਚ ਤਰਨਤਾਰਨ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਗਏ ਲਾਲਪੁਰਾ ਸਬੰਧੀ ਫੈਸਲੇ ਨੂੰ, ਅਦਾਲਤ ਨੇ ਰੱਦ ਕਰ ਦਿੱਤਾ ਹੈ ਅਤੇ ਲਾਲਪੁਰਾ ਸਣੇ ਹੋਰਾਂ ਨੂੰ ਵੀ ਇਸ ਕੇਸ ਵਿਚੋਂ ਬਰੀ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਲਾਲਪੁਰਾ ਦੇ ਬਰੀ ਹੋਣ ’ਤੇ ਸਵਾਲ ਚੁੱਕੇ ਹਨ। ਜਾਖੜ ਨੇ ਕਿਹਾ ਕਿ ਭਾਵੇਂ ਵਿਧਾਇਕ ਕਾਨੂੰਨੀ ਤੌਰ ’ਤੇ ਬਰੀ ਹੋ ਗਏ ਹਨ, ਪਰ ਪੀੜਤਾਂ ਵਲੋਂ ਵਿਧਾਇਕ ਲਾਲਪੁਰਾ ਖਿਲਾਫ ਲੰਮੀ ਲੜਾਈ ਗਈ ਹੈ। ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਖਿਲਾਫ ਸਵਾਲ ਚੁੱਕੇ ਹਨ। ਜਾਖੜ ਨੇ ਕਿਹਾ ਕਿਹਾ ਕਿ ਲਾਲਪੁਰਾ ਦਾ ਨਾਮ ਵੀ ਹੁਣ ਆਮ ਆਦਮੀ ਪਾਰਟੀ ਦੇ ਉਨ੍ਹਾਂ ਵਿਧਾਇਕਾਂ ’ਚ ਜੁੜ ਗਿਆ ਹੈ, ਜਿਹੜੇ ਭਗਵੰਤ ਮਾਨ ਸਰਕਾਰ ਕੋਲੋਂ ਕਲੀਨ ਚਿੱਟ ਲੈ ਕੇ ਘੁੰਮ ਰਹੇ ਹਨ। ਜ਼ਿਕਰਯੋਗ ਹੈ ਕਿ ਇਹ ਪੂਰਾ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਰਾ ਟੈਕਸੀ ਡਰਾਈਵਰ ਸੀ ਅਤੇ ਉਸ ਖਿਲਾਫ ਵਿਆਹ ਸਮਾਗਮ ਵਿਚ ਆਈ ਇਕ ਲੜਕੀ ਨਾਲ ਮਾਰਕੁੱਟ ਕਰਨ ਦਾ ਇਲਜ਼ਾਮ ਲੱਗਾ ਸੀ। ਲੜਕੀ ਨੇ ਵਿਧਾਇਕ ਲਾਲਪੁਰਾ ਖਿਲਾਫ ਛੇੜਛਾੜ ਦਾ ਵੀ ਇਲਜ਼ਾਮ ਲਗਾਇਆ ਸੀ। ਇਸ ਤੋਂ ਬਾਅਦ ਤਰਨਤਾਰਨ ਪੁਲਿਸ ਨੇ ਲਾਲਪੁਰਾ ਨੂੰ ਗਿ੍ਰਫਤਾਰ ਕਰ ਲਿਆ ਸੀ ਅਤੇ ਅਦਾਲਤ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ ਸੀ।
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਰਾਜ ਆਫਤ ਪ੍ਰਬੰਧਨ ਅਥਾਰਿਟੀ ਨੇ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਰੂਪਨਗਰ ਅਤੇ ਐਸਏਐਸ ਨਗਰ ਦੇ ਕੁਝ ਹਿੱਸਿਆਂ ਵਿਚ ਗਰਜ-ਚਮਕ ਦੇ ਨਾਲ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਉਂਦੇ ਹੋਏ ਅਲਰਟ ਜਾਰੀ ਕੀਤਾ ਹੈ। ਪੰਜਾਬ ਰਾਜ ਆਫਤ ਪ੍ਰਬੰਧਨ ਦੇ ਅਧਿਕਾਰੀਆਂ ਨੇ ਅਲਰਟ ਵਿਚ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ 112 ’ਤੇ ਕਾਲ ਕੀਤੀ ਜਾ ਸਕਦੀ ਹੈ। ਖੇਤੀਬਾੜੀ ਨਾਲ ਸਬੰਧਤ ਮਾਹਿਰਾਂ ਦਾ ਮੰਨਣਾ ਹੈ ਕਿ ਮੌਸਮ ਵਿਚ ਪੱਛਮੀ ਵਿਗਾੜ ਦੇ ਚੱਲਦਿਆਂ ਜੇਕਰ ਜ਼ਿਆਦਾ ਮੀਂਹ ਪੈਂਦਾ ਹੈ ਅਤੇ ਤੇਜ਼ ਹਵਾਵਾਂ ਚੱਲਦੀਆਂ ਹਨ ਤਾਂ ਪੱਕਣ ਦੇ ਕੰਢੇ ਪਹੁੰਚ ਚੁੱਕੀ ਕਣਕ ਦਾ ਝਾੜ ਘਟ ਸਕਦਾ ਹੈ। ਅਜਿਹੇ ਮੌਸਮ ਨੇ ਕਿਸਾਨਾਂ ਦੀ ਫਿਕਰਮੰਦੀ ਹੋਰ ਵਧਾ ਦਿੱਤੀ ਹੈ।
Wednesday, 27 May 2026
Wednesday, 27 May 2026
Wednesday, 27 May 2026
Wednesday, 27 May 2026

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.