ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹਨ ਮਜੀਠੀਆ
ਮੁਹਾਲੀ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਮੁਹਾਲੀ ਦੀ ਅਦਾਲਤ ਵਿਚ ਸੁਣਵਾਈ ਹੋਈ ਹੈ। ਇਸ ਮੌਕੇ ਅਦਾਲਤ ਵਿਚ ਸਰਕਾਰੀ ਧਿਰ ਵਲੋਂ ਵਿਸ਼ੇਸ਼ ਸਰਕਾਰੀ ਵਕੀਲ ਫੈਰੀ ਸੋਫਤ ਅਤੇ ਪ੍ਰੀਤਇੰਦਰਪਾਲ ਸਿੰਘ ਵਲੋਂ ਮਜੀਠੀਆ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਮਾਮਲੇ ਦੀ ਗੰਭੀਰਤਾ ’ਤੇ ਧਿਆਨ ਦੇਣ ਲਈ ਅਦਾਲਤ ਅੱਗੇ ਅਪੀਲ ਕੀਤੀ। ਇਸੇ ਦੌਰਾਨ ਮਜੀਠੀਆ ਖਿਲਾਫ ਸਬੂਤਾਂ ਦੀ ਘਾਟ ਨੂੰ ਮੱਦੇਨਜ਼ਰ ਰੱਖਦਿਆਂ ਬਚਾਅ ਧਿਰ ਦੇ ਵਕੀਲ ਡੀ.ਐਸ. ਸੋਬਤੀ, ਐਚ.ਐਸ. ਧਨੋਆ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਰਾਏ ਦਿੱਤੀ। ਬਚਾਅ ਧਿਰ ਦੇ ਵਕੀਲਾਂ ਨੇ ਕਿਹਾ ਕਿ ਮਜੀਠੀਆ ਜ਼ਮਾਨਤ ਦੇ ਯੋਗ ਹਨ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ। ਇਸਦੇ ਚੱਲਦਿਆਂ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੁਣ ਭਲਕੇ ਸ਼ੁੱਕਰਵਾਰ ਨੂੰ ਕਰਨੀ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ 25 ਜੂਨ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਹ ਨਾਭਾ ਦੀ ਜੇਲ੍ਹ ਵਿਚ ਬੰਦ ਹੈ।


