Wednesday, 22 April 2026

ਕੈਪਟਨ ਅਮਰਿੰਦਰ ਸਿੰਘ ਨੂੰ ਸੰਮਣ ਭੇਜਣ ਵਾਲੇ ਈਡੀ ਦੇ ਅਫਸਰ ਦਾ ਤਬਾਦਲਾ

ਜਾਇੰਟ ਡਾਇਰੈਕਟਰ ਰਵੀ ਤਿਵਾੜੀ ਨੂੰ ਜਲੰਧਰ ਤੋਂ ਭੇਜਿਆ ਚੇਨਈ

ਜਲੰਧਰ/ਬਿਊਰੋ ਨਿਊਜ਼ 

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਲੰਧਰ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫਤਰ ਦੇ ਇੰਚਾਰਜ ਜਾਇੰਟ ਡਾਇਰੈਕਟਰ ਰਵੀ ਤਿਵਾੜੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਆਈ.ਆਰ.ਐਸ. ਅਧਿਕਾਰੀ ਰਵੀ ਤਿਵਾੜੀ ਦੀ ਬਦਲੀ ਚੇਨਈ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਇਹ ਉਹੀ ਅਫਸਰ ਹੈ ਜਿਸ ਦੇ ਨਿਰਦੇਸ਼ਾਂ ਤਹਿਤ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਵਲੋਂ ਇਕ ਪੁਰਾਣੇ ਮਾਮਲੇ ਵਿਚ 12 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰਵੀ ਤਿਵਾੜੀ ਦੇ ਤਬਾਦਲੇ ਦਾ ਕੈਪਟਨ ਅਮਰਿੰਦਰ ਸਿੰਘ ਨੂੰ ਜਾਰੀ ਕੀਤੇ ਗਏ ਸੰਮਣ ਨਾਲ ਕੋਈ ਸਬੰਧ ਨਹੀਂ ਹੈ। ਜ਼ਿਕਰਯੋਗ ਹੈ ਕਿ ਇਹ ਸੰਮਣ ਕਾਫੀ ਦਿਨ ਪਹਿਲਾਂ ਜਾਰੀ ਕੀਤੇ ਗਏ ਸਨ, ਪਰ ਇਨ੍ਹਾਂ ਦੀ ਚਰਚਾ ਦੋ ਦਿਨ ਪਹਿਲਾਂ ਹੀ ਹੋਈ ਸੀ। ਰਵੀ ਤਿਵਾੜੀ ਦੀ ਥਾਂ ’ਤੇ ਹੁਣ ਆਈ.ਆਰ.ਐਸ. ਦਿਨੇਸ਼ ਪਰਚੁਰੀ ਨੂੰ ਈ.ਡੀ. ਦਾ ਨਵਾਂ ਐਡੀਸ਼ਨਲ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

 

ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਦਾ ਸੱਦਾ

ਭੂਪੇਸ਼ ਬਘੇਲ ਨੇ ਕਿਹਾ : ਕੈਪਟਨ ਅਮਰਿੰਦਰ ਲਈ ਕਾਂਗਰਸ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸੰਕੇਤ ਦਿੱਤੇ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਬਘੇਲ ਨੇ ਕਿਹਾ ਕਿ ਜੇ ਕੈਪਟਨ ਅਮਰਿੰਦਰ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ ਤਾਂ ਕਾਂਗਰਸ ਹਾਈਕਮਾਂਡ ਇਸ ’ਤੇ ਗੰਭੀਰਤਾ ਨਾਲ ਵਿਚਾਰ ਕਰੇਗੀ। ਭੂਪੇਸ਼ ਬਘੇਲ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਵਿਚ ਘੁਟਣ ਮਹਿਸੂਸ ਕਰ ਰਹੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.