Wednesday, 22 April 2026

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

ਚੰਡੀਗੜ੍ਹ, 16 ਫਰਵਰੀ:– ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ, ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜੀਕਲ ਜਾਂਚ ਦੌਰਾਨ, ਇਸ ਸਕੂਲ ਦਾ ਕੋਈ ਵਾਜੂਦ ਸਾਹਮਣੇ ਨਹੀਂ ਆਇਆ, ਇਸ ਦੀ ਇਮਾਰਤ ਕਿਰਾਏ 'ਤੇ ਦਿੱਤੀ ਗਈ ਸੀ ਅਤੇ ਕੋਈ ਕਲਾਸ ਨਹੀਂ ਲਗਾਈ ਜਾ ਰਹੀ ਸੀ। 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਰਜਿਸਟਰਡ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਮੌਜੂਦ ਨਹੀਂ ਸਨ, ਜਿਸ ਕਾਰਨ ਪੀ.ਐਸ.ਈ.ਬੀ. ਨੇ ਉਨ੍ਹਾਂ ਦੇ ਰੋਲ ਨੰਬਰ ਰੱਦ ਕਰ ਦਿੱਤੇ। ਉਨ੍ਹਾਂ ਦੱਸਿਆ ਕਿ ਚਾਰ ਹੋਰ ਸਕੂਲ ਜਾਂਚ ਅਧੀਨ ਹਨ ਕਿਉਂਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਅਤੇ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਵਾਲੀਆਂ ਸੰਸਥਾਵਾਂ 'ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਹੈ। ਅਸੀਂ 'ਗੋਸਟ ਸਕੂਲ' ਚਲਾਉਣ ਵਾਲੀਆਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ ਅਤੇ ਕੋਈ ਨਰਮੀ ਨਹੀਂ ਵਰਤੀ ਜਾਵੇਗੀ।"

ਸਿੱਖਿਆ ਮੰਤਰੀ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਨੂੰ ਹੋਰ ਸਕੂਲ ਅਲਾਟ ਕਰਕੇ ਅਤੇ ਮਾਰਗਦਰਸ਼ਨ ਰਾਹੀਂ ਯੋਗ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇਗੀ ਅਤੇ ਫਰਜ਼ੀ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਂਚ ਟੀਮਾਂ ਨੂੰ ਹੋਰ ਸ਼ੱਕੀ ਸਕੂਲਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਤੋਂ ਜਲਦ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.