Wednesday, 22 April 2026

ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਇਸੇ ਦਿਸ਼ਾ ਵਿੱਚ ਚਾਲੂ ਸਾਲ ਦੌਰਾਨ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਆਰ.ਆਈਜ਼ ਮਿਲਣੀਆਂ ਕਰਵਾਈਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡਾ ਮੁੱਖ ਮਕਸਦ ਐਨ. ਆਰ. ਆਈਜ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਪਹੁੰਚ ਕੇ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਐਨ.ਆਰ.ਆਈਜ ਦੇ ਮਸਲੇ ਤੇ ਸ਼ਿਕਾਇਤਾਂ ਤੈਅ ਸਮੇਂ ਅੰਦਰ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਐਨ.ਆਰ.ਆਈਜ਼ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਐਨ.ਆਰ.ਆਈਜ਼ ਦੀਆਂ ਪੰਜਾਬ ਵਿੱਚ ਪਈਆਂ ਜ਼ਮੀਨ ਜਾਇਦਾਦ ਦੇ ਅਧਿਕਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ।

ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਐਨ.ਆਰ.ਆਈਜ਼ ਸਭਾ ਦੀ ਜਲਦ ਚੋਣ ਕਰਵਾਈ ਜਾਵੇ ਅਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਇਆ ਜਾਵੇ।

ਇਸ ਮੌਕੇ ਐਨ. ਆਰ.ਆਈ ਵਿਭਾਗ ਦੇ ਸਕੱਤਰ ਸ੍ਰੀ ਵੀ. ਐਨ. ਜ਼ਾਦੇ, ਡਵੀਜ਼ਨਲ ਕਮਿਸ਼ਨਰ ਜਲੰਧਰ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ ਸ੍ਰੀਮਤੀ ਅਮਨਦੀਪ ਕੌਰ, ਏ.ਡੀ.ਜੀ.ਪੀ ਐਨ.ਆਰ.ਆਈ ਸ੍ਰੀ ਆਰ. ਕੇ. ਜੈਸਵਾਲ, ਵਧੀਕ ਸਕੱਤਰ ਐਨ. ਆਰ.ਆਈ ਸ੍ਰੀ ਆਰ. ਬੀ.ਐਸ ਬਰਾੜ ਅਤੇ ਏ.ਆਈ.ਜੀ ਸ੍ਰੀ ਅਜਿੰਦਰ ਸਿੰਘ ਹਾਜ਼ਰ ਸਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.