Friday, 12 June 2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਚ ਮਹਿਲਾਵਾਂ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਕੀਤਾ ਐਲਾਨ- ਵਿਰੋਧੀਆਂ ਨੇ ਚੁੱਕੇ ਸਵਾਲ

ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1,000 ਅਤੇ ਦਲਿਤ ਵਰਗ ਦੀਆਂ ਮਹਿਲਾਵਾਂ ਨੂੰ ਮਿਲਣਗੇ 1500 ਰੁਪਏ ਪ੍ਰਤੀ ਮਹੀਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਚ ਮਹਿਲਾਵਾਂ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਲੰਘੇ ਕੱਲ੍ਹ ਐਤਵਾਰ ਨੂੰ ਮਹਿਲਾ ਦਿਵਸ ਮੌਕੇ ਬਜਟ ਸੈਸ਼ਨ ਦੌਰਾਨ ਕੀਤਾ ਗਿਆ। ਇਸਦੇ ਚੱਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿਚ ਵਿੱਤੀ ਸਾਲ 2026-27 ਦਾ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਪੰਜਵਾਂ ਬਜਟ ਪੇਸ਼ ਕਰਕੇ ਮਹਿਲਾਵਾਂ ਨੂੰ ਤੋਹਫਾ ਦਿੱਤਾ ਹੈ। ਭਗਵੰਤ ਮਾਨ ਸਰਕਾਰ ਨੇ ਆਪਣੇ ਇਸ ਕਾਰਜਕਾਲ ਦੇ ਆਖਰੀ ਬਜਟ ਵਿਚ ਪੰਜਵੀਂ ਗਾਰੰਟੀ ਨੂੰ ਪੂਰਾ ਕਰਕੇ ਪੇਸ਼ ਕੀਤੇ ਬਜਟ ਨੂੰ ਗਾਰੰਟੀਆਂ ਪੂਰੀਆਂ ਕਰਨ ਵਾਲਾ ਬਜਟ ਦੱਸਿਆ ਹੈ। ਇਸ ਬਜਟ ਦੌਰਾਨ ਪੰਜਾਬ ਵਿਚ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਅਤੇ ਦਲਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ। ਇਹ ਵੀ ਦੱਸਿਆ ਕਿ ਆਉਣ ਵਾਲੇ ਵਿਸਾਖੀ ਦੇ ਤਿਉਹਾਰ ਮੌਕੇ ਮਹਿਲਾਵਾਂ ਦੇ ਖਾਤਿਆਂ ਵਿਚ ਇਹ ਰਾਸ਼ੀ ਟਰਾਂਸਫਰ ਕਰਨੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਕੀਮ ਦੇ ਦਾਇਰੇ ਵਿਚੋਂ ਮੌਜੂਦਾ ਅਤੇ ਸਾਬਕਾ ਰੈਗੂਲਰ ਕਰਮਚਾਰੀਆਂ, ਮੌਜੂਦਾ ਤੇ ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਤੋਂ ਇਲਾਵਾ ਆਮਦਨ ਟੈਕਸ ਭਰਨ ਵਾਲਿਆਂ ਨੂੰ ਬਾਹਰ ਰੱਖਿਆ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਕੀਮ ਤਹਿਤ ਸੂਬੇ ਦੀਆਂ 97 ਫੀਸਦੀ ਮਹਿਲਾਵਾਂ ਨੂੰ ਕਵਰ ਕਰਨ ਦਾ ਦਾਅਵਾ ਕੀਤਾ ਹੈ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕਰਨ ਦਾ ਦਾਅਵਾ ਕੀਤਾ ਹੈ। ਭਗਵੰਤ ਮਾਨ ਨੇ ਇਸ ਬਜਟ ਨੂੰ ਲੋਕ ਪੱਖੀ ਕਰਾਰ ਦਿੱਤਾ ਹੈ।


ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ
ਆਮ ਆਦਮੀ ਪਾਰਟੀ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ
ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਵਿਧਾਨ ਸਭਾ ’ਚ ਇਜਲਾਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿਚਾਲੇ ਬਹਿਸ ਹੋ ਗਈ, ਜਿਸ ਦੌਰਾਨ ਸਦਨ ਵਿਚ ਹੰਗਾਮਾ ਹੋ ਗਿਆ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੈਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਉਹ ਸਾਡੀ ਗੱਲ ਸੁਣ ਕੇ ਜਾਣ। ਅਰੋੜਾ ਨੇ ਕਿਹਾ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਬਾਜਵਾ ਨੂੰ ਕਹਿਣਾ ਚਾਹੀਦਾ ਹੈ ਕਿ ਜੇਕਰ ਉਨ੍ਹਾਂ ਵਿਚ ਥੋੜ੍ਹੀ ਜਿਹੀ ਵੀ ਸ਼ਰਮ ਹੈ ਤਾਂ ਬੈਠ ਕੇ ਸੁਣਨ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਨੇ ਹਰ ਘਰ ਵਿਚ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਸੀ, ਪਰ ਸਾਨੂੰ ਦੱਸੋ ਕਿ ਕੀ ਉਨ੍ਹਾਂ ਨੇ ਇਕ ਵੀ ਨੌਕਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ 63,000 ਨੌਕਰੀਆਂ ਦਿੱਤੀਆਂ। ਅਮਨ ਅਰੋੜਾ ਨੇ ਕਿਹਾ ਆਮ ਆਦਮੀ ਪਾਰਟੀ ਨੇ ਪਿਛਲੇ ਪੰਜ ਸਾਲਾਂ ਵਿਚ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.