Friday, 12 June 2026

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਸੁਰੱਖਿਆ ਖ਼ਤਰਿਆਂ ਨੂੰ ਖ਼ਤਮ ਕਰਨਾ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਅਤੇ ਹਜ਼ਾਰਾਂ ਪਿੰਡ ਵਾਸੀਆਂ ਲਈ ਹਰ ਮੌਸਮ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਜ਼ਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਭਰ ਵਿੱਚ ਲਗਭਗ 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਕੇ ਪੇਂਡੂ ਪੰਜਾਬ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡਾਂ ਨੂੰ ਬਿਹਤਰ ਸੰਪਰਕ ਅਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਦਹਾਕਿਆਂ ਤੋਂ ਅਣਗੌਲੇ ਸਨ।

ਪਿੰਡ ਡਸਕਾ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਛੂਆਣਾ ਤੋਂ ਬਰੇਟਾ (ਵਾਇਆ ਦਸਕਾ ਅਤੇ ਬਹਾਦਰਪੁਰ) ਨੂੰ ਜੋੜਨ ਵਾਲੀ 10.5 ਕਿਲੋਮੀਟਰ ਲੰਬੀ ਸੜਕ ਲੋਕਾਂ ਨੂੰ ਸਮਰਪਿਤ ਕੀਤੀ। ਇਸ ਸੜਕ ਨੂੰ 7.15 ਕਰੋੜ ਰੁਪਏ ਦੀ ਲਾਗਤ ਨਾਲ 12 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਗਿਆ ਹੈ। ਸੜਕ ਦੇ ਚੌੜਾ ਹੋਣ ਨਾਲ ਪੁਰਾਣੀ ਖਸਤਾ ਹਾਲਤ ਅਤੇ ਤੰਗ ਰਸਤੇ ਕਾਰਨ ਪੈਦਾ ਹੋਣ ਵਾਲੀਆਂ ਟਰੈਫਿਕ ਸਮੱਸਿਆਵਾਂ ਅਤੇ ਸੁਰੱਖਿਆ ਚਿੰਤਾਵਾਂ ਦੂਰ ਹੋਣ ਦੀ ਉਮੀਦ ਹੈ।

ਵਿੱਤ ਮੰਤਰੀ ਨੇ 1.27 ਕਰੋੜ ਰੁਪਏ ਦੀ ਲਾਗਤ ਨਾਲ ਡਸਕਾ ਅਤੇ ਖੱਤਰੀਵਾਲਾ ਨੂੰ ਜੋੜਨ ਵਾਲੀ ਨਵੀਂ ਬਣੀ 4 ਕਿਲੋਮੀਟਰ ਪੱਕੀ ਸੜਕ ਵੀ ਲੋਕ ਅਰਪਣ ਕੀਤੀ, ਜਿਸ ਨਾਲ ਲੰਬੇ ਸਮੇਂ ਤੋਂ ਬਣੇ ਕੱਚੇ ਰਸਤੇ ਨੂੰ ਹਰ ਮੌਸਮ ਦੇ ਅਨੁਕੂਲ ਸੜਕ ਵਿੱਚ ਬਦਲ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਸਕਾ-ਬਹਾਦਰਪੁਰ ਰਸਤੇ 'ਤੇ ਡੇਰਾ ਬਾਬਾ ਧੌਲਾ ਪੀਰ ਨੂੰ ਜਾਣ ਵਾਲੀ 1 ਕਿਲੋਮੀਟਰ ਲਿੰਕ ਸੜਕ 34.50 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਹੈ, ਜਿਸ ਨਾਲ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਦੀ ਆਵਾਜਾਈ ਸੁਖਾਲੀ ਹੋਵੇਗੀ।

ਬਾਘਰੌਲ ਅਤੇ ਨੇੜਲੇ ਪਿੰਡਾਂ ਵਿੱਚ ਵਿਕਾਸ ਦੇ ਘੇਰੇ ਨੂੰ ਵਧਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਲਗਭਗ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਬਾਘਰੌਲ ਤੋਂ ਬੁਜਰਕ ਤੱਕ 1.10 ਕਰੋੜ ਰੁਪਏ ਦੀ ਲਾਗਤ ਨਾਲ 3 ਕਿਲੋਮੀਟਰ ਸੜਕ ਅਤੇ ਬਾਘਰੌਲ ਨੂੰ ਬੁਰਜ ਟਿੱਲਾ ਤੇ ਖੇੜੀ ਨਗਾਈਆਂ ਨਾਲ ਜੋੜਨ ਵਾਲੀ 2.35 ਕਿਲੋਮੀਟਰ ਸੜਕ (ਲਾਗਤ 1 ਕਰੋੜ ਰੁਪਏ ਤੋਂ ਵੱਧ) ਦੀ ਉਸਾਰੀ ਦਾ ਐਲਾਨ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਬਾਘਰੌਲ ਅਤੇ ਬਲਮਗੜ੍ਹ ਨੂੰ ਜੋੜਨ ਵਾਲੀ 2.75 ਕਿਲੋਮੀਟਰ ਸੜਕ ਦੀ ਉਸਾਰੀ 'ਤੇ 1.16 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਲਾਕੇ ਵਿੱਚ ਕੀਤੇ ਗਏ ਵੱਡੇ ਉਪਰਾਲਿਆਂ ਵਿੱਚ ਲਗਭਗ 12 ਕਿਲੋਮੀਟਰ ਕੱਚੀਆਂ ਸੜਕਾਂ ਨੂੰ ਪੱਕਾ ਕਰਨਾ ਸ਼ਾਮਲ ਹੈ, ਜੋ ਪਿਛਲੇ 70 ਤੋਂ 80 ਸਾਲਾਂ ਤੋਂ ਅਣਗੌਲੀਆਂ ਸਨ। ਇਨ੍ਹਾਂ ਸੜਕਾਂ ਨੂੰ 5.25 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਸੜਕੀ ਨੈੱਟਵਰਕ ਵਿੱਚ ਬਦਲਿਆ ਜਾ ਰਿਹਾ ਹੈ।

ਵਿੱਤ ਮੰਤਰੀ ਨੇ ਇੱਕ ਨਵੇਂ ਬਣੇ ਪੁਲ ਦਾ ਉਦਘਾਟਨ ਵੀ ਕੀਤਾ ਜਿਸ ਨੇ ਦੋ ਪ੍ਰਮੁੱਖ ਪਿੰਡਾਂ ਵਿਚਕਾਰ ਆਵਾਜਾਈ ਦੇ ਸਬੰਧਾਂ ਨੂੰ ਮਜ਼ਬੂਤ ਕੀਤਾ ਹੈ।

ਚੱਲ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ ਬਾਰੇ ਦੱਸਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, "ਬਾਘਰੌਲ ਤੋਂ ਖੇੜੀ ਦਗਾਈਆਂ ਤੱਕ ਪਿੰਡ ਦੀ ਫਿਰਨੀ ਸਮੇਤ ਲਗਭਗ 4 ਕਿਲੋਮੀਟਰ ਸੜਕ 1.83 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਬਾਘਰੌਲ ਨੂੰ ਕੰਗਰੌੜੀ ਅਤੇ ਕਮਾਲਪੁਰ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਚੌੜਾ ਕਰਨ ਦਾ ਕੰਮ 4.50 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਚੱਲ ਰਿਹਾ ਹੈ।"

ਕੁੱਲ ਮਿਲਾ ਕੇ ਬਾਘਰੌਲ ਖੇਤਰ ਦੇ ਆਲੇ-ਦੁਆਲੇ ਲਗਭਗ 19 ਕਿਲੋਮੀਟਰ ਸੜਕਾਂ ਦੀ ਉਸਾਰੀ ਅਤੇ ਵਿਸਥਾਰ ਦਾ ਕੰਮ ਜਾਰੀ ਹੈ, ਜਿਸ ਨਾਲ ਖੇਤੀਬਾੜੀ ਗਤੀਵਿਧੀਆਂ ਅਤੇ ਆਰਥਿਕ ਗਤੀਸ਼ੀਲਤਾ ਵਿੱਚ ਆ ਰਹੀਆਂ ਦਹਾਕਿਆਂ ਪੁਰਾਣੀਆਂ ਰੁਕਾਵਟਾਂ ਦੂਰ ਹੋਣ ਦੀ ਉਮੀਦ ਹੈ।

ਸੰਤੁਲਿਤ ਵਿਕਾਸ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਚੀਮਾ ਨੇ ਕਿਹਾ, "ਸਾਡੀ ਸਰਕਾਰ ਸ਼ਹਿਰੀ ਅਤੇ ਪੇਂਡੂ ਬੁਨਿਆਦੀ ਢਾਂਚੇ ਦੇ ਪਾੜੇ ਨੂੰ ਪੂਰਨ ਲਈ ਪੇਂਡੂ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਜਿੱਥੇ ਪੇਂਡੂ ਸੜਕਾਂ ਦਾ ਨੈੱਟਵਰਕ ਦਹਾਕਿਆਂ ਤੋਂ ਅਣਗਹਿਲੀ ਦਾ ਸ਼ਿਕਾਰ ਸੀ, ਉੱਥੇ ਹੀ ਸਾਡੀ ਸਰਕਾਰ ਹਰ ਪਿੰਡ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਆਪਣੀ ਮੁੱਖ ਜ਼ਿੰਮੇਵਾਰੀ ਸਮਝਦੀ ਹੈ।"

ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਥਾਨਕ ਆਗੂਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਇਨ੍ਹਾਂ ਪ੍ਰੋਜੈਕਟਾਂ ਦਾ ਸਵਾਗਤ ਕੀਤਾ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.