Sunday, 14 June 2026

50 ਵਿਅਕਤੀਆਂ ਦੀ ਹੋਈ ਮੌਤ, ਮੌਲ ਦੇ ਮਾਲਿਕ ਖਿਲਾਫ਼ ਮਾਮਲਾ ਦਰਜ

ਬਗ਼ਦਾਦ/ਬਿਊਰੋ ਨਿਊਜ਼ : ਇਰਾਕ ਦੇ ਅਲ-ਕੁਟ ਸ਼ਹਿਰ ਦੇ ਸਭ ਤੋਂ ਵੱਡੇ ਸ਼ੌਪਿੰਗ ਮੌਲ ਵਿਚ ਭਿਆਨਕ ਅੱਗ ਲੱਗਣ ਕਾਰਨ 50 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਈ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ। ਸੂਬੇ ਦੇ ਰਾਜਪਾਲ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਉਂਦੇ 48 ਘੰਟਿਆਂ ਦੇ ਅੰਦਰ-ਅੰਦਰ ਜਾਂਚ ਰਿਪੋਰਟ ਨੂੰ ਜਨਤਕ ਕਰ ਦਿੱਤਾ ਜਾਵੇਗਾ। ਸੂਬੇ ਦੇ ਰਾਜਪਾਲ ਨੇ ਇਹ ਵੀ ਦੱਸਿਆ ਕਿ ਇਮਾਰਤ ਅਤੇ ਮੌਲ ਦੇ ਮਾਲਿਕ ਖਿਲਾਫ਼ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਰਿਪੋਰਟ ਤੋਂ ਬਾਅਦ ਸਬੰਧਤ ਆਰੋਪੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਉਦਯੋਗਿਕ ਪਲਾਟਾਂ ਨੂੰ ਉਦਯੋਗਿਕ ਪਾਰਕਾਂ ਵਿਚ ਤਬਦੀਲ ਕਰਨ ਦੀ ਦਿੱਤੀ ਮਨਜ਼ੂਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਅੱਜ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਕੈਬਨਿਟ ਮੀਟਿੰਗ ਦੌਰਾਨ ਦੋ ਅਹਿਮ ਫੈਸਲੇ ਲਏ ਗਏ ਜਿਸ ਦੀ ਜਾਣਕਾਰੀ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਣਪ੍ਰੀਤ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਵੱਲੋਂ ਇਕ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ। ਪਹਿਲੇ ਫੈਸਲੇ ਅਨੁਸਾਰ ਉਦਯੋਗਿਕ ਪਲਾਟਾਂ ਨੂੰ ਉਦਯੋਗਿਕ ਪਾਰਕਾਂ ਵਿਚ ਤਬਦੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ, ਕਿਉਂਕਿ ਇਨ੍ਹਾਂ ਪਲਾਟਾਂ ਦੀ ਡਿਵੈਲਪਮੈਂਟ ਪਿਛਲੇ ਕਾਫ਼ੀ ਸਮੇਂ ਤੋਂ ਰੁਕੀ ਪਈ ਸੀ ਅਤੇ ਇਸ ਨਾਲ ਉਦਯੋਗਿਕ ਇਕਾਈਆਂ ਸਥਾਪਤ ਕਰਨ ਵਾਲਿਆਂ ਨੂੰ ਲਾਭ ਮਿਲੇਗਾ। ਇਹ ਮਨਜ਼ੂਰੀ 1000 ਗਜ਼ ਤੋਂ ਲੈ ਕੇ 4000 ਗਜ਼ ਤੱਕ ਦੇ ਪਲਾਟਾਂ ਲਈ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਇਨਵੈਸਟਰਾਂ ਅਤੇ ਡਿਵੈਲਪਰਾਂ ਨੂੰ ਵੱਡੀ ਰਾਹਤ ਮਿਲੇਗੀ। ਦੂਜੇ ਫੈਸਲੇ ਅਨੁਸਾਰ ਲੀਜ਼ ਹੋਲਡ ਪ੍ਰਾਪਰਟੀਆਂ ਨੂੰ ਫਰੀ ਹੋਲਡ ’ਚ ਬਦਲਣ ਦਾ ਫੈਸਲਾ ਕੀਤਾ ਗਿਆ ਜਿਸ ਨਾਲ ਪੰਜਾਬ ਸਰਕਾਰ ਨੂੰ ਲਗਭਗ 1000 ਕਰੋੜ ਰੁਪਏ ਦਾ ਮੁਨਾਫ਼ਾ ਹੋਣ ਦਾ ਅੰਦਾਜ਼ਾ ਹੈ।

  

ਭਲਕੇ ਸ਼ੁੱਕਰਵਾਰ ਨੂੰ ਪਟੀਸ਼ਨ ’ਤੇ ਹਾਈ ਕੋਰਟ ’ਚ ਮੁੜ ਤੋਂ ਹੋਵੇਗੀ ਸੁਣਵਾਈ

ਚੰਡੀਗੜ੍ਹ/ਬਿਊਰੋ ਨਿਊਜ਼ :  ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਵਲੋਂ ਹਾਈਕੋਰਟ ’ਚ ਦਾਇਰ ਕੀਤੀ ਗਈ ਪਟੀਸ਼ਨ ’ਤੇ ਭਲਕੇ ਸ਼ੁੱਕਰਵਾਰ ਨੂੰ ਮੁੜ ਤੋਂ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ। ਦਾਇਰ ਕੀਤੀ ਗਈ ਪਟੀਸ਼ਨ ’ਚ ਉਨ੍ਹਾਂ ਵੱਲੋਂ ਆਪਣੀ ਗਿ੍ਰਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਮਜੀਠੀਆ ਦਾ ਆਰੋਪ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।

ਸਾਂਝੇ ਦਸਤਾਵੇਜਾਂ ’ਤੇ ਸਾਈਨ ਕਰਨ ਤੋਂ ਵੀ ਭਾਰਤ ਨੇ ਕੀਤਾ ਇਨਕਾਰ

ਸੰਘਾਈ/ਬਿਊਰੋ ਨਿਊਜ਼ : ਚੀਨ ਦੇ ਕਿੰਗਦਾਓ ’ਚ ਹੋਈ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ’ਚ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਭਾਰਤ ਨੇ ਜੁਆਇੰਟ ਸਟੇਟ ’ਤੇ ਸਾਈਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕਿਉਂਕਿ ਜੁਆਇੰਟ ਸਟੇਟਮੈਂਟ ’ਚ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਸੀ ਜਦਕਿ ਬਲੋਚਿਸਤਾਨ ’ਚ ਵਾਪਰੀ ਘਟਨਾ ਨੂੰ ਇਸ ’ਚ ਸ਼ਾਮਲ ਕੀਤਾ ਗਿਆ ਸੀ। ਮੀਟਿੰਗ ਦੌਰਾਨ ਰਾਜਨਾਥ ਸਿੰਘ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਦਾ ਤਰੀਕਾ ਭਾਰਤ ’ਚ ਲਸ਼ਕਰ-ਏ-ਤਇਬਾ ਦੇ ਹਮਲਿਆਂ ਵਰਗਾ ਹੀ ਸੀ। ਜਿਸ ਤੋਂ ਬਾਅਦ ਭਾਰਤ ਨੇ ਸਰਹੱਦ ਪਾਰ ਤੋਂ ਹੋਣ ਵਾਲੇ ਅੱਤਵਾਦੀ ਹਮਲਿਆਂ ਨੂੰ ਰੋਕਣ ਲਈ ਆਪਣੇ ਅਧਿਕਾਰ ਦੀ ਵਰਤੋਂ ਕਰਦੇ ਹੋਏ  7 ਮਈ 2025 ਨੂੰ ਅਪ੍ਰੇਸ਼ਨ ਸਿੰਧੂਰ ਨੂੰ ਅੰਜ਼ਾਮ ਦਿੱਤਾ ਸੀ। ਰਾਜਨਾਥ ਸਿੰਘ ਨੇ ਅੱਗੇ ਕਿਹਾ ਕਿ ਸ਼ੰਘਾਈ ਸਹਿਯੋਗ ਸੰਗਠਨ ਨੂੰ ਪਾਕਿ ਵਰਗੇ ਦੇਸ਼ਾਂ ਦੀ ਆਲੋਚਨਾ ਕਰਨ ’ਚ ਸੰਕੋਚ ਨਹੀਂ ਕਰਨਾ ਚਾਹੀਦਾ। ਮੀਟਿੰਗ ਦੌਰਾਨ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦੀ ਮੌਜੂਦ ਸਨ ਪਰ ਰਾਜਨਾਥ ਸਿੰਘ ਨੇ ਪਾਕਿ ਰੱਖਿਆ ਮੰਤਰੀ ਨਾਲ ਮੁਲਾਕਾਤ ਨਹੀਂ ਕੀਤੀ।

ਝੀਂਡਾ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ ਬਦਲੇ ਬਖਸ਼ਾਈ ਭੁੱਲ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਅੱਜ ਵੀਰਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਉਨ੍ਹਾਂ ਲੰਘੇ ਦਿਨੀਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਸ਼ੋਸ਼ਲ ਮੀਡੀਆ ’ਤੇ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਦੀ ਸਖਤ ਆਲੋਚਨਾ ਕੀਤੀ ਗਈ ਸੀ। ਇਸ ਲਈ ਮੈਂ ਹੋਈ ਗਲਤੀ ਲਈ ਅੱਜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਪਾਸੋਂ ਭੁੱਲ ਬਖਸ਼ਾਉੁਣ ਆਇਆ ਹਾਂ। ਉਨ੍ਹਾਂ ਕਿਹਾ ਕਿ ਜਿਹੜੇ ਹੋਰ ਸਿੱਖ ਆਗੂ ਡੇਰਾ ਬਿਆਸ ਵਿਖੇ ਗਏ ਹਨ, ਉਨ੍ਹਾਂ ਨੂੰ ਵੀ ਆਪਣੀ ਭੁੱਲ ਬਖਸ਼ਾਉਣੀ ਚਾਹੀਦੀ ਹੈ।

ਕਿਹਾ : ਆਉਂਦੇ ਇਕ-ਦੋ ਦਿਨਾਂ ਨੂੰ ਇਕ ਹੋਰ ਵੱਡਾ ਨਸ਼ਾ ਤਸਕਰ ਹੋਵੇਗਾ ਜੇਲ੍ਹ ਅੰਦਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਅੰਦਰ ਚੱਲ ਰਹੀ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨਸ਼ਾਂ ਤਸਕਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਕਿਸੇ ਦੀ ਕਿੰਨੀ ਵੀ ਵੱਡੀ ਪਹੁੰਚ ਕਿਉਂ ਨਾ ਹੋਵੇ, ਉਹ ਇਹ ਨਾ ਸੋਚੇ ਕਿ ਉਸ ਨੂੰ ਫੜਿਆ ਨਹੀਂ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਉਣ ਵਾਲੇ ਇਕ-ਦੋ ਦਿਨਾਂ ਤੱਕ ਇਕ ਹੋਰ ਵੱਡਾ ਨਸ਼ਾ ਤਸਕਰ ਜੇਲ੍ਹ ਅੰਦਰ ਹੋਵੇਗਾ ਅਤੇ ਕਈ ਨਸ਼ਾ ਤਸਕਰਾਂ ਦੇ ਘਰ ਢਾਹੁਣ ਦੀ ਸੂਚਨਾ ਜਨਤਾ ਨੂੰ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਅਤੇ ਇਸ ਮੁਹਿੰਮ ’ਚ ਸਰਕਾਰ ਦਾ ਪੰਜਾਬ ਦੀਆਂ ਪੰਚਾਇਤਾਂ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਗੇ ਕਿਹਾ ਕਿ ਪੰਜਾਬ ਨੂੰ ਹਰ ਹਾਲਤ ਵਿਚ ਨਸ਼ਾ ਮੁਕਤ ਬਣਾਉਣਾ ਹੈ ਅਤੇ ਕੋਈ ਗਲਤ ਫਹਿਮੀ ਵਿਚ ਨਾ ਰਹਿ ਜਾਵੇ ਕਿ ਉਸਦੀ ਬਹੁਤ ਚਲਦੀ ਕਿ ਉਹ ਬਚ ਜਾਵੇਗਾ।

ਕਿਹਾ : ਭਾਰਤ-ਪਾਕਿ ਸਰਹੱਦ ’ਤੇ ਆਉਂਦੇ ਹੜ੍ਹਾਂ ਨਾਲ ਪੰਜਾਬ ਦਾ ਹੁੰਦਾ ਹੈ ਕਾਫੀ ਨੁਕਸਾਨ

ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕੇਂਦਰੀ ਮੰਤਰੀ ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਇਸ ਪੱਤਰ ਰਾਹੀਂ ਉਨ੍ਹਾਂ ਪੰਜਾਬ ਦੇ ਸਰਹੱਦੀ ਇਲਾਕਿਆਂ ’ਚ ਆਉਂਦੇ ਹੜ੍ਹਾਂ ਦੇ ਪੱਕੇ ਹੱਲ ਲਈ ਸਹਿਯੋਗ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਹੜ੍ਹਾਂ ਨਾਲ ਹੁੰਦੇ ਨੁਕਸਾਨ, ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਅਤੇ ਸੁਰੱਖਿਆ ਦੀ ਚੁਣੌਤੀਆਂ ਨੂੰ ਲੈ ਕੇ ਕੇਂਦਰ ਸਰਕਾਰ ਕੋਲੋਂ ਫੰਡ ਦੀ ਮੰਗ ਵੀ ਕੀਤੀ। ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਕੋਲੋਂ ਇਸ ਮੁੱਦੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਤੁਰੰਤ ਪ੍ਰਭਾਵੀ ਕਦਮ ਚੁੱਕਣ ਦੀ ਉਮੀਦ ਪ੍ਰਗਟਾਈ ਹੈ।

ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ

ਲੁਧਿਆਣਾ/ਬਿਊਰੋ  ਨਿਊਜ਼ : ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਲਈ ਹੋਈ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਆਪਣੇ ਵਿਰੋਧੀ ਉਮੀਦਵਾਰ ਕਾਂਗਰਸ ਪਾਰਟੀ ਦੇ ਭਾਰਤ ਭੂਸ਼ਣ ਆਸ਼ੂ ਨੂੰ 10, 637 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਤੀਜੇ ਨੰਬਰ ’ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ ਰਹੇ ਜਦਕਿ ਚੌਥੇ ਨੰਬਰ ’ਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਰਹੇ। ਧਿਆਨ ਰਹੇ ਕਿ ਲੁਧਿਆਣਾ ਜ਼ਿਮਨੀ ਚੋਣ ਲਈ ਲੰਘੀ 19 ਜੂਨ ਨੂੰ ਵੋਟਾਂ ਪਈਆਂ ਸਨ ਜਿਸ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦੇਹਾਂਤ ਮਗਰੋਂ ਖਾਲੀ ਹੋਈ ਸੀ, ਜਿਸ ’ਤੇ ਮੁੜ ਤੋਂ ਆਮ ਆਦਮੀ ਪਾਰਟੀ ਨੇ ਕਬਜ਼ਾ ਕਰ ਲਿਆ ਹੈ। 

ਕਿਹਾ : ਆਮਦਨ ਦੁੱਗਣੀ ਕਰਨ ਵਾਲਿਆਂ ਦੇ ਰਾਜ ’ਚ ਵਧੀਆਂ ਕਿਸਾਨ ਖੁਦਕੁਸ਼ੀਆਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਮਹਾਰਾਸ਼ਟਰ ’ਚ ਹੋਈਆਂ ਕਿਸਾਨ ਖ਼ੁਦਕੁਸ਼ੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਵੀਰਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੇ ਇਨ੍ਹਾਂ ਖ਼ੁਦਕੁਸ਼ੀਆਂ ਬਾਰੇ ਚੁੱਪ ਧਾਰੀ ਹੋਈ ਹੈ ਅਤੇ ਸੂਬੇ ਦੇ ਲੋਕਾਂ ਅੰਦਰ ਬੇਰੁਖ਼ੀ ਦੇਖਣ ਨੂੰ ਮਿਲ ਰਹੀ ਹੈ। ਰਾਹੁਲ ਗਾਂਧੀ ਨੇ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਸੋਚੋ ਤਿੰਨ ਮਹੀਨਿਆਂ ਵਿਚ ਮਹਾਰਾਸਟਰ ਦੇ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ। ਉਨ੍ਹਾਂ ਕਿਹਾ ਕਿ ਇਹ ਇੱਕ ਅੰਕੜਾ ਨਹੀਂ ਹੈ ਸਗੋਂ ਸੂਬੇ ਦੇ 767 ਘਰ ਤਬਾਹ ਹੋਏ ਹਨ ਅਤੇ ਇਹ ਪਰਿਵਾਰ ਕਦੇ ਵੀ ਪੈਰਾਂ ਸਿਰ ਨਹੀਂ ਹੋ ਸਕਣਗੇ। ਉਨ੍ਹਾਂ ਕੇਂਦਰ ਸਰਕਾਰ ਨੂੰ ਨਿਸਾਨਾ ਬਣਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਉਹ ਕਿਸਾਨ ਦੀ ਆਮਦਨ ਦੁੱਗਣੀ ਕਰ ਦੇਣਗੇ। ਪਰ ਦੇਸ਼ ਲਈ ਅਨਾਜ਼ ਪੈਦਾ ਕਰਨ ਵਾਲੇ ਕਿਸਾਨ ਆਏ ਦਨ ਖੁਦਕੁਸ਼ੀਆਂ ਕਰ ਰਹੇ ਹਨ।

ਕੇਜਰੀਵਾਲ ਬੋਲੇ : ‘ਆਪ’ ਦੇ ਕੰਮਾਂ ਤੋਂ ਖੁਸ਼ ਹੋ ਕੇ ਲੋਕਾਂ ਨੇ ਦਿੱਤੀ ਸਾਨੂੰ ਵੋਟ

ਚੰਡੀਗੜ੍ਹ/ਬਿਊਰੋ ਨਿਊਜ਼ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਜ਼ਿਮਨੀ ਚੋਣ ’ਚ ਜਿੱਤ ਹਾਸਲ ਕਰਨ ਵਾਲੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ’ਚ ਮਿਲੀ ਜਿੱਤ ਸਮੂਹ ਪੰਜਾਬੀਆਂ ਦੀ ਜਿੱਤ ਹੈ ਅਤੇ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਮੁੱਚੇ ਪੰਜਾਬ ’ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ’ਤੇ ਜਿੱਤ ਦੀ ਮੋਹਰ ਲਗਾਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਕਾਂਗਰਸ, ਅਕਾਲੀ ਅਤੇ ਭਾਜਪਾ ਨੂੰ ਉਮੀਦਵਾਰ ਨੂੰ ਬਿਲਕੁਲ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਇਕ ਇਮਾਨਦਾਰ ਵਿਅਕਤੀ ਹਨ ਅਤੇ ਉਹ ਲੁਧਿਆਣਾ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣਗੇ ਅਤੇ ਉਹ ਪੰਜਾਬ ਵਿਧਾਨ ਸਭਾ ਵਿਚ ਲੁਧਿਆਣਾ ਪੱਛਮੀ ਹਲਕੇ ਦੀ ਅਵਾਜ਼ ਨੂੰ ਬੁਲੰਦ ਕਰਨਗੇ।  ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੁਧਿਆਣਾ ਦੇ ਲੋਕਾਂ ਨੇ ‘ਆਪ’ ਦੇ ਕੰਮਾਂ ਤੋਂ ਖੁਸ਼ ਹੋ ਕੇ ਸਾਨੂੰ ਵੋਟ ਦਿੱਤੀ ਹੈ ਅਤੇ ‘ਆਪ’ ਵੱਲੋਂ’ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ।

ਆਮਦਨ ਤੋਂ ਵੱਧ ਸੰਪੰਤੀ ਬਣਾਉਣ ਦੇ ਮਾਮਲੇ ਕੀਤਾ ਗਿਆ ਹੈ ਗਿ੍ਰਫ਼ਤਾਰ, ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਵੀਰਵਾਰ ਨੂੰ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਵਿਜੀਲੈਂਸ ਬਿਊਰੋ ਨੇ ਅਦਾਲਤ ਕੋਲੋਂ ਮਜੀਠੀਆ ਦਾ 12 ਦਿਨਾਂ ਦਾ ਰਿਮਾਂਡ ਮੰਗਿਆ। ਲੰਬੀ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ 7 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਮਜੀਠੀਆ ਨੂੰ ਡਰੱਗ ਮਨੀ ਨਾਲ ਜੁੜੇ ਮਾਮਲੇ ਅਤੇ ਆਮਦਨ ਤੋਂ ਵੱਧ ਸੰਪੰਤੀ ਬਣਾਉਣ ਦੇ ਮਾਮਲੇ ’ਚ ਲੰਘੇ ਬੁੱਧਵਾਰ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਮਜੀਠੀਆ ਦੀ ਗਿ੍ਰਫ਼ਤਾਰੀ ਦਾ ਮਾਮਲਾ ਹੁਣ ਰਾਜਨੀਤਿਕ ਤੂਲ ਵੀ ਫੜ ਚੁੱਕਿਆ ਹੈ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਮਜੀਠੀਆ ਦੀ ਗਿ੍ਰਫ਼ਤਾਰੀ ਨੂੰ ਗਲਤ ਦੱਸਿਆ ਜਾ ਰਿਹਾ ਹੈ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਜੀਠੀਆ ਖਿਲਾਫ਼ ਕਾਰਵਾਈ ਕਾਨੂੰਨ ਦੇ ਤਹਿਤ ਕੀਤੀ ਗਈ ਹੈ ਅਤੇ ਜਿਹੜੇ ਵਿਅਕਤੀ ਉਸ ਦਾ ਸਾਥ ਦੇਣਗੇ ਉਹ ਵੀ ਦੋਸ਼ੀ ਹੋਣਗੇ।

ਕੇਰਲ ’ਚ ਕਾਂਗਰਸ ਪਾਰਟੀ ਨੇ ਜਿੱਤ ਕੀਤੀ ਦਰਜ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਮੇਤ ਚਾਰ ਰਾਜਾਂ ਦੀਆਂ 5 ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦਾ ਨਤੀਜਾ ਆ ਚੁੱਕਿਆ ਹੈ। ਗੁਜਰਾਤ ਦੀ ਕੜੀ ਸੀਟ ਤੋਂ ਭਾਜਪਾ ਉਮੀਦਵਾਰ ਰਾਜੇਦਰ ਚਾਵੜਾ ਨੇ ਜਿੱਤ ਲਈ ਹੈ ਅਤੇ ਉਨ੍ਹਾਂ ਕਾਂਗਰਸੀ ਉਮੀਦਵਾਰ ਰਮੇਸ਼ ਚਾਵੜਾ ਨੂੰ ਹਰਾਇਆ। ਇਸੇ ਤਰ੍ਹਾਂ ਗੁਜਰਾਤ ਦੀ ਵਿਸਾਵਦਰ ਸੀਟ ਤੋਂ ਆਮ ਆਦਮੀ ਪਾਰਟੀ  ਦੇ ਉਮੀਦਵਾਰ ਗੋਪਾਲ ਇਟਾਲੀਆ ਨੇ ਜਿੱਤ ਦਰਜ ਕੀਤੀ ਹੈ ਅਤੇ ਉਨ੍ਹਾਂ ਭਾਜਪਾ ਉਮੀਦਵਾਰ ਕੀਰਤੀ ਪਟੇਲ ਨੂੰ ਹਰਾਇਆ। ਕੇਰਲ ’ਚ ਕਾਂਗਰਸੀ ਉਮੀਦਵਾਰ ਆਰੀਆਦਨ ਸ਼ੌਕ ਨੂੰ ਜਿੱਤ ਹਾਸਲ ਹੋਈ ਹੈ ਉਨ੍ਹਾਂ ਸੀਪੀਆਈ ਐਮ ਦੇ ਉਮੀਦਵਾਰ ਐਮ ਸਵਰਾਜ ਨੂੰ ਹਰਾਇਆ। ਇਸੇ ਤਰ੍ਹਾਂ ਪੱਛਮੀ ਬੰਗਾਲ ਦੀ ਕਾਲੀਗੰਜ ਸੀਟ ਤੋਂ ਖਬਰ ਲਿਖੇ ਜਾਣ ਤੱਕ ਟੀਐਮਸੀ ਉਮੀਦਵਾਰ 49 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਇਨ੍ਹਾਂ ਚਾਰ ਸੀਟਾਂ ਲਈ ਲੰਘੀ 19 ਜੂਨ ਨੂੰ ਵੋਟਾਂ ਪਈਆਂ ਸਨ ਜਿਨ੍ਹਾਂ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.