Sunday, 14 June 2026

ਹਿਮਾਚਲ ਸਰਕਾਰ ’ਚ ਮੰਤਰੀ ਹਨ ਵਿਕਰਮਾਦਿੱਤਿਆ

ਚੰਡੀਗੜ੍ਹ/ਬਿਊਰੋ ਨਿਊਜ਼

ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵਿਚ ਪੀ.ਡਬਲਿਊ.ਡੀ. ਮੰਤਰੀ ਵਿਕਰਮਾਦਿੱਤਿਆ ਸਿੰਘ ਅਤੇ ਪੰਜਾਬ ਦੀ ਡਾ. ਅਮਰੀਨ ਕੌਰ ਚੰਡੀਗੜ੍ਹ ’ਚ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਵਿਆਹ ਦੇ ਇਸ ਸਾਦਗੀ ਭਰੇ ਸਮਾਗਮ ਵਿਚ ਸਿਰਫ ਕਰੀਬੀ ਰਿਸ਼ਤੇਦਾਰ ਹੀ ਸ਼ਾਮਲ ਹੋਏ। ਜੋਤਿੰਦਰ ਸਿੰਘ ਸੇਖੋਂ ਅਤੇ ਓਪਿੰਦਰ ਕੌਰ ਦੀ ਧੀ ਡਾ. ਅਮਰੀਨ ਕੌਰ ਪੰਜਾਬ ਯੂਨੀਵਰਸਿਟੀ ਵਿਚ ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ’ਤੇ ਸੇਵਾਵਾਂ ਨਿਭਾ ਰਹੇ ਹਨ। ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਦਾ ਇਹ ਦੂਜਾ ਵਿਆਹ ਹੈ। ਵਿਕਰਮਾਦਿੱਤਿਆ ਦਾ ਪਹਿਲਾਂ ਵਿਆਹ ਰਾਜਸਥਾਨ ਦੇ ਅਮੇਤ ਦੀ ਰਾਜਕੁਮਾਰੀ ਸੁਦਰਸ਼ਨਾ ਚੁੰਡਾਵਤ ਨਾਲ 2019 ਵਿੱਚ ਹੋਇਆ ਸੀ ਅਤੇ ਨਵੰਬਰ 2024 ਵਿੱਚ ਦੋਵਾਂ ਦਾ ਤਲਾਕ ਹੋ ਗਿਆ ਸੀ।

ਕਿਹਾ : ਭਾਰਤੀ ਜਮਹੂਰੀਅਤ ਨੂੰ ‘ਤਬਾਹ’ ਕਰਨ ਵਾਲਿਆਂ ਨੂੰ ਬਚਾਅ ਰਿਹਾ ਚੋਣ ਕਮਿਸ਼ਨ

ਨਵੀਂ ਦਿੱਲੀ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਭਾਰਤੀ ਜਮਹੂਰੀਅਤ ਨੂੰ ‘ਤਬਾਹ’ ਕਰਨ ਵਾਲਿਆਂ ਨੂੰ ਬਚਾਅ ਰਿਹਾ ਹੈ। ਨਵੀਂ ਦਿੱਲੀ ’ਚ ਪੈ੍ਰਸ ਕਾਨਫਰੰਸ ਦੌਰਾਨ ਰਾਹੁਲ ਨੇ ਕਿਹਾ ਕਿ ਕੁਝ ਲੋਕ ਲੱਖਾਂ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿਚੋਂ ਮਿਟਾਉਣ ਦੇ ਮਕਸਦ ਨਾਲ ਘੱਟਗਿਣਤੀਆਂ ਤੇ ਦਲਿਤਾਂ ਨੂੰ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾ ਰਹੇ ਹਨ। ਰਾਹੁਲ ਨੇ ਦਾਅਵਾ ਕੀਤਾ ਕਿ ਕਰਨਾਟਕ ਦੇ ਅਲਾਪੁਜ਼ਾ ਵਿਚ ਕਾਂਗਰਸੀ ਵੋਟਰਾਂ ਨੂੰ ਨਿਸ਼ਾਨਾ ਬਣਾਉਣ ਲਈ ਫਰਜ਼ੀ ਲੋਕਾਂ ਵਲੋਂ ਅਰਜ਼ੀਆਂ ਦਾਇਰ ਕੀਤੀਆਂ ਗਈਆਂ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਵੋਟਾਂ ਮਿਟਾਉਣ ਦਾ ਕੰਮ ਕਿਸੇ ਵਿਅਕਤੀ ਰਾਹੀਂ ਨਹੀਂ, ਬਲਕਿ ਸਾਫਟਵੇਅਰ ਦੀ ਵਰਤੋਂ ਕਰਕੇ ਕੇਂਦਰੀਕ੍ਰਿਤ ਤਰੀਕੇ ਨਾਲ ਕੀਤਾ ਗਿਆ ਹੈ। ਰਾਹੁਲ ਨੇ ਕਿਹਾ ਕਿ ਚੋਣ ਕਮਿਸ਼ਨ ਅਜਿਹਾ ਕਰਕੇ ਜਮਹੂਰੀਅਤ ਦੇ ਦੋਸ਼ੀਆਂ ਨੂੰ ਬਚਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਨਾਟਕ, ਮਹਾਰਾਸ਼ਟਰ, ਹਰਿਆਣਾ ਅਤੇ ਯੂਪੀ ਵਿਚ ਵੋਟਰਾਂ ਦੇ ਨਾਮ ਵੱਡੇ ਪੱਧਰ ’ਤੇ ਮਿਟਾਏ ਜਾ ਰਹੇ ਹਨ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਭਾਰਤੀ ਜਮਹੂਰੀਅਤ ਦਾ ਕਤਲ ਕਰਨ ਵਾਲੇ ਲੋਕਾਂ ਦਾ ਪੱਖ ਨਹੀਂ ਲੈਣਾ ਚਾਹੀਦਾ। ਇਸੇ ਦੌਰਾਨ ਭਾਰਤੀ ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਵਲੋਂ ਲਗਾਏ ਗਏ ਆਰੋਪਾਂ ਨੂੰ ਗਲਤ ਅਤੇ ਬੇਬੁਨਿਆਦ ਦੱਸਿਆ ਹੈ।

ਪਨੀਰ, ਸਾਬਣ, ਸ਼ੈਂਪੂ ਦੇ ਨਾਲ-ਨਾਲ ਕਾਰਾਂ ਅਤੇ ਏ.ਸੀ. ਵੀ ਹੋਏ ਸਸਤੇ

ਨਵੀਂ ਦਿੱਲੀ/ਬਿਊਰੋ ਨਿਊਜ਼ 

ਭਾਰਤ ਵਿਚ ਅੱਜ ਯਾਨੀ 22 ਸਤੰਬਰ ਤੋਂ ਘਿਓ, ਪਨੀਰ ਖਰੀਦਣ ਤੋਂ ਲੈ ਕੇ ਕਾਰਾਂ ਅਤੇ ਏ.ਸੀ. ਖਰੀਦਣਾ ਸਸਤਾ ਹੋ ਗਿਆ ਹੈ। ਸਰਕਾਰ ਨੇ ਲੰਘੀ 3 ਸਤੰਬਰ ਨੂੰ ਜੀਐਸਟੀ ਵਿਚ ਕਟੌਤੀ ਦਾ ਐਲਾਨ ਕੀਤਾ ਸੀ, ਜੋ ਅੱਜ ਤੋਂ ਲਾਗੂ ਹੋ ਗਿਆ ਹੈ।  ਇਸੇ ਦੌਰਾਨ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਤੋਂ ਲੈ ਕੇ ਵਾਹਨਾਂ ਸਣੇ ਕਈ ਹੋਰ ਚੀਜ਼ਾਂ ਸਸਤੀਆਂ ਹੋ ਗਈਆਂ ਹਨ ਅਤੇ ਖਪਤਕਾਰਾਂ ਨੂੰ ਇਸਦਾ ਸਿੱਧਾ ਲਾਭ ਹੋਵੇਗਾ। ਜੀਐਸਟੀ ਸੁਧਾਰ ਦੇ ਹਿੱਸੇ ਵਜੋਂ ਸਰਕਾਰ ਨੇ ਹੁਣ ਚਾਰ ਦੀ ਬਜਾਏ ਸਿਰਫ ਦੋ ਜੀਐਸਟੀ ਸਲੈਬ 5 ਪ੍ਰਤੀਸ਼ਤ ਅਤੇ 18 ਪ੍ਰਤੀਸ਼ਤ ਪੇਸ਼ ਕੀਤੇ ਹਨ। ਜੀਐਸਟੀ ਘਟਣ ਨਾਲ ਇਲੈਟ੍ਰਾਨਿਕ ਦੇ ਸਮਾਨ ਦੀਆਂ ਕੀਮਤਾਂ ਵਿਚ ਵੀ ਕਮੀ ਆਈ ਹੈ। ਸਰਕਾਰ ਨੇ ਕਈ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਉਤਪਾਦਾਂ ’ਤੇ ਵੀ ਜੀਐਸਟੀ ਦਰ ਘਟਾ ਕੇ ਸਿਰਫ 5 ਫੀਸਦੀ ਕਰ ਦਿੱਤੀ ਹੈ। ਦੱਸਿਆ ਗਿਆ ਹੈ ਕਿ ਸਰਕਾਰ ਨੇ ਟੈਕਸ ਸਿਸਟਮ ਨੂੰ ਸੌਖਾ ਬਣਾਉਣ ਲਈ ਅਜਿਹਾ ਕੀਤਾ ਹੈ।

ਡੋਨਾਲਡ ਟਰੰਪ ਅਤੇ ਭਗਵੰਤ ਮਾਨ ਨੇ ਵੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ/ਬਿਊਰੋ ਨਿਊਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਜਨਮ ਦਿਨ ਹੈ ਅਤੇ ਉਹ 75 ਸਾਲ ਦੇ ਹੋ ਗਏ ਹਨ। ਇਸਦੇ ਚੱਲਦਿਆਂ ਰਾਸ਼ਟਰਪਤੀ ਦਰੋਪਦੀ ਮਰਮੂ ਸਣੇ ਕਈ ਸਿਆਸੀ ਆਗੂਆਂ ਨੇ ਮੋਦੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਮੋਦੀ ਦਾ ਜਨਮ 17 ਸਤੰਬਰ 1950 ਨੂੰ ਗੁਜਰਾਤ ਦੇ ਇਕ ਛੋਟੇ ਜਿਹੇ ਕਸਬੇ ਵਡਨਗਰ ਵਿਚ ਹੋਇਆ ਸੀ। ਇਸੇ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮੋਦੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਟਰੰਪ ਨੇ ਰੂਸ-ਯੂਕਰੇਨ ਜੰਗ ਨੂੰ ਖਤਮ ਕਰਨ ਵਿਚ ਸਹਿਯੋਗ ਲਈ ਮੋਦੀ ਦਾ ਧੰਨਵਾਦ ਵੀ ਕੀਤਾ। ਉਧਰ ਦੂਜੇ ਪਾਸੇ ਚੰਡੀਗੜ੍ਹ ਯੂਥ ਕਾਂਗਰਸ ਵਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ‘ਬੇਰੁਜ਼ਗਾਰੀ ਦਿਵਸ’ ਵਜੋਂ ਮਨਾਇਆ ਗਿਆ। ਇਸ ਮੌਕੇ ਯੂਥ ਕਾਂਗਰਸੀਆਂ ਵਲੋਂ ਚੰਡੀਗੜ੍ਹ ਦੇ ਸੈਕਟਰ 35 ਵਿਖੇ ਸਥਿਤ ਕਾਂਗਰਸ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਦੌਰਾਨ ਯੂਥ ਕਾਂਗਰਸੀਆਂ ਨੇ ਚਾਹ ਦੀ ਰੇਹੜੀ ਲਗਾ ਕੇ ਅਤੇ ਸਬਜ਼ੀਆਂ ਵੇਚ ਕੇ ਵੱਖਰੇ ਢੰਗ ਨਾਲ ਪ੍ਰਦਰਸ਼ਨ ਕੀਤਾ ਹੈ।  

 

ਜੀਐਸਟੀ ਦਰਾਂ ਵਿਚ ਕਟੌਤੀ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਣ ਦਾ ਦਾਅਵਾ

ਨਵੀਂ ਦਿੱਲੀ/ਬਿਊਰੋ ਨਿਊਜ਼

ਜੀਐਸਟੀ ਦਰਾਂ ਵਿਚ ਫੇਰਬਦਲ ਐਲਾਨੇ ਜਾਣ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਰੈਕਟਰ ਅਤੇ ਖੇਤੀ ਸਬੰਧੀ ਸਮਾਨ ਵੇਚਣ ਵਾਲਿਆਂ ਨੂੰ ਕਿਹਾ ਹੈ ਕਿ ਉਹ 22 ਸਤੰਬਰ ਤੋਂ ਜੀਐਸਟੀ ਕਟੌਤੀ ਦਾ ਲਾਭ ਕਿਸਾਨਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵੱਖ-ਵੱਖ ਟਰੈਕਟਰ ਸ਼ੇ੍ਰਣੀਆਂ ਵਿਚ 23 ਹਜ਼ਾਰ ਰੁਪਏ ਤੋਂ 63 ਹਜ਼ਾਰ ਰੁਪਏ ਤੱਕ ਦੀਆਂ ਕੀਮਤਾਂ ਵਿਚ ਮਹੱਤਵਪੂਰਨ ਕਟੌਤੀ ਹੋਵੇਗੀ। ਸ਼ਿਵਰਾਜ ਸਿੰਘ ਚੌਹਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੀਐਸਟੀ ਵਿਚ ਕਟੌਤੀ ਨਾਲ ਦੇਸ਼ ਭਰ ਦੇ ਕਸਟਮ ਹਾਇਰਿੰਗ ਸੈਂਟਰਾਂ ’ਤੇ ਖੇਤੀ ਮਸ਼ੀਨਰੀ ਸਸਤੀ ਹੋ ਜਾਵੇਗੀ ਅਤੇ ਇਸਦੇ ਅਨੁਸਾਰ ਕਿਰਾਇਆ ਵੀ ਘੱਟ ਹੋਣਾ ਚਾਹੀਦਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਜੀਐਸਟੀ ਵਿਚ ਕਟੌਤੀ ਦਾ ਸਿੱਧਾ ਲਾਭ ਕਿਸਾਨਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਉਨ੍ਹਾਂ ਨੇ ਜੀਐਸਟੀ ਵਿਚ ਕਟੌਤੀ ਦਾ ਲਾਭ ਕਿਸਾਨਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਹੈ।

ਬਜ਼ੁਰਗ ਬੀਬੀ ’ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ’ਚ ਕੰਗਨਾ ਨੂੰ ਫਿਰ ਸੰਮਨ ਜਾਰੀ

ਬਠਿੰਡਾ/ਬਿਊਰੋ ਨਿਊਜ਼   

ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਕਿਸਾਨ ਮਹਿੰਦਰ ਕੌਰ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਬਠਿੰਡਾ ਦੀ ਅਦਾਲਤ ਨੇ ਫਿਲਮ ਅਦਾਕਾਰਾ ਅਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਫਿਰ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਆਉਂਦੀ 29 ਸਤੰਬਰ ਨੂੰ ਹੋਵੇਗੀ। ਬੀਬੀ ਮਹਿੰਦਰ ਕੌਰ ਦੇ ਵਕੀਲ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਪਹਿਲਾਂ ਵੀ ਸੰਮਨ ਜਾਰੀ ਕੀਤੇ ਗਏ ਸਨ, ਪਰ ਅਦਾਲਤ ਨੇ ਹੁਣ ਦੁਬਾਰਾ ਫਿਰ ਕੰਗਨਾ ਨੂੰ ਸੰਮਨ ਜਾਰੀ ਕੀਤੇ ਹਨ। ਵਕੀਲ ਨੇ ਦੱਸਿਆ ਕਿ ਅਦਾਲਤ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਕੰਗਨਾ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਕੰਗਨਾ ਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਸ ਮਾਮਲੇ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ਫਿਰ ਉਸ ਨੇ ਸੁਪਰੀਮ ਕੋਰਟ ਵਿਚ ਵੀ ਅਪੀਲ ਕੀਤੀ, ਪਰ ਉਸਨੂੰ ਕਿਤੇ ਵੀ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਕੰਗਨਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।  

ਕਾਂਗਰਸੀ ਕਾਰਕੁੰਨਾਂ ਨੇ ਕੰਗਣਾ ਨੂੰ ਕਾਲੀਆਂ ਝੰਡੀਆਂ ਵੀ ਦਿਖਾਈਆਂ

ਸ਼ਿਮਲਾ/ਬਿਊਰੋ ਨਿਊਜ਼ 

ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮੀ ਅਦਾਕਾਰਾ ਕੰਗਣਾ ਰਾਣੌਤ ਨੂੰੂ ਆਪਣੇ ਹਲਕੇ ਵਿਚ ਹੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਗਣਾ ਹੁਣ ਜਦੋਂ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਹੁੰਚੀ ਤਾਂ ਕਾਂਗਰਸੀ ਕਾਰਕੁੰਨਾਂ ਨੇ ਉਸਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਅਤੇ ‘ਵਾਪਸ ਜਾਓ’ ਦੇ ਨਾਅਰੇ ਵੀ ਲਗਾਏ। ਮੀਡੀਆ ਨੇ ਜਦੋਂ ਕੰਗਣਾ ਨੂੰ ਆਪਣੇ ਹਲਕੇ ਵਿਚ ਲਗਾਤਾਰ ਗੈਰਹਾਜ਼ਰੀ ਬਾਰੇ ਪੁੱਛਿਆ ਤਾਂ ਫਿਲਮੀ ਅਦਾਕਾਰਾ ਨੇ ਕਿਹਾ ਕਿ ਮੈਂ ਵੀ ਇਕ ਸਿੰਗਲ ਔਰਤ ਹਾਂ, ਇਸ ਲਈ ਮੈਨੂੰ ਨਿੱਜੀ ਤੌਰ ’ਤੇ ਨਿਸ਼ਾਨਾ ਨਾ ਬਣਾਓ। ਉਨ੍ਹਾਂ ਕਿਹਾ ਕਿ ਮੈਂ ਵੀ ਇਸ ਆਫਤ ਨਾਲ ਪ੍ਰਭਾਵਿਤ ਹੋਈ ਹਾਂ। ਕੰਗਣਾ ਨੇ ਕਿਹਾ ਕਿ ਮੇਰੇ ਕੋਲ ਇੱਥੇ ਇਕ ਰੈਸਟੋਰੈਂਟ ਹੈ, ਜਿੱਥੇ ਵਿਕਰੀ ਸਿਰਫ 50 ਰੁਪਏ ਪ੍ਰਤੀ ਦਿਨ ਹੈ, ਜਦੋਂ ਕਿ ਮੈਂ ਸਟਾਫ ਨੂੰ 15 ਲੱਖ ਰੁਪਏ ਮਹੀਨਾਵਾਰ ਤਨਖਾਹ ਦਿੰਦੀ ਹਾਂ। ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਕੰਗਣਾ ਦੀ ਇਸ ਟਿੱਪਣੀ ਦੀ ਤਿੱਖੀ ਆਲੋਚਨਾ ਵੀ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਕੰਗਣਾ ਪਹਿਲਾਂ ਵੀ ਆਪਣੀਆਂ ਵਿਵਾਦਤ ਟਿੱਪਣੀਆਂ ਕਰਕੇ ਆਲੋਚਨਾ ਦਾ ਸ਼ਿਕਾਰ ਹੁੰਦੀ ਰਹਿੰਦੀ ਹੈ। 

ਸਕਿਉਰਿਟੀ ਮੈਨੇਜਰ ਖਿਲਾਫ ਰਿਸ਼ਵਤ ਲੈਣ ਦੇ ਵੀ ਆਰੋਪ

ਬਠਿੰਡਾ/ਬਿਊਰੋ ਨਿਊਜ਼ 

ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੂੰ ਏਮਜ਼ ਦੇ ਪ੍ਰਮੁੱਖ ਸੁਰੱਖਿਆ ਮੈਨੇਜਰ ਖਿਲਾਫ ਕਾਰਵਾਈ ਕਰਨ ਲਈ ਪੱਤਰ ਲਿਖ ਕੇ ਅਪੀਲ ਕੀਤੀ ਹੈ। ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਨੇ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਪ੍ਰਮੁੱਖ ਸੁਰੱਖਿਆ ਅਫਸਰ ਮਨਜੀਤ ਸਿੰਘ ਨੇ ਮਹਿਲਾ ਸੁਰੱਖਿਆ ਮੁਲਾਜ਼ਮਾਂ ਨੂੰ ਨਜਾਇਜ਼ ਸਬੰਧ ਬਣਾਉਣ ਲਈ ਮਜਬੂਰ ਕੀਤਾ। ਉਨ੍ਹਾਂ ਦੱਸਿਆ ਕਿ ਇਸ ਬਾਰੇ ਡਿਪਟੀ ਕਮਿਸ਼ਨਰ ਦਫਤਰ ਨੂੰ ਸ਼ਿਕਾਇਤਾਂ ਸੌਂਪੀਆਂ ਗਈਆਂ ਹਨ। ਉਨ੍ਹਾਂ ਆਰੋਪ ਲਗਾਇਆ ਕਿ ਅਪਰੈਲ 2024 ਤੋਂ ਅਨੇਕਾਂ ਵਾਰ ਨੋਟਿਸ ਦਿੱਤੇ ਜਾਣ ਅਤੇ ਯਾਦ ਪੱਤਰ ਦਿੱਤੇ ਜਾਣ ਦੇ ਬਾਵਜੂਦ ਏਮਜ਼ ਮੈਨੇਜਮੈਂਟ ਨੇ ਇਸ ਬਾਰੇ ਰਿਪੋਰਟ ਪੇਸ਼ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਮੁੱਖ ਸੁਰੱਖਿਆ ਮੈਨੇਜਰ ’ਤੇ ਨਵੇਂ ਭਰਤੀ ਹੋਏ ਸੁਰੱਖਿਆ ਅਮਲੇ ਤੋਂ 20-20 ਲੱਖ ਰੁਪਏ ਰਿਸ਼ਵਤ ਲੈਣ ਦਾ ਵੀ ਦੋਸ਼ ਹੈ। 

ਮਹਿਲਾ ਨੇ ਲਗਾਏ ਸਨ ਸ਼ੋਸ਼ਣ ਅਤੇ ਬਲੈਕਮੇਲਿੰਗ ਦੇ ਆਰੋਪ

ਨਵੀਂ ਦਿੱਲੀ/ਬਿਊਰੋ ਨਿਊਜ਼  

ਦਿੱਲੀ ਪੁਲਿਸ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ ਸਾਬਕਾ ਚੇਅਰਮੈਨ ਲਲਿਤ ਮੋਦੀ ਦੇ ਭਰਾ ਅਤੇ ਬਿਜਨਸਮੈਨ ਸਮੀਰ ਮੋਦੀ ਨੂੰ ਦਿੱਲੀ ਏਅਰਪੋਰਟ ਤੋਂ ਗਿ੍ਰਫਤਾਰ ਕਰ ਲਿਆ ਹੈ। ਸਮੀਰ ਮੋਦੀ ’ਤੇ ਇਕ ਮਹਿਲਾ ਨੇ ਜਬਰ ਜਨਾਹ, ਬਲੈਕਮੇਲਿੰਗ ਅਤੇ ਧੋਖਾ ਦੇਣ ਦਾ ਆਰੋਪ ਲਗਾਇਆ ਹੈ। ਮਹਿਲਾ ਦਾ ਕਹਿਣਾ ਸੀ ਕਿ ਸਮੀਰ ਮੋਦੀ ਨੇ ਵਿਆਹ ਦਾ ਝੂਠਾ ਵਾਅਦਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਡਰਾਇਆ ਤੇ ਧਮਕਾਇਆ ਵੀ ਗਿਆ।  ਇਸ ਮਹਿਲਾ ਨੇ ਲੰਘੀ 10 ਸਤੰਬਰ ਨੂੰ ਦਿੱਲੀ ਦੀ ਨਿਊ ਫਰੈਂਡਜ਼ ਕਲੋਨੀ ਦੇ ਪੁਲਿਸ ਥਾਣੇ ਵਿਚ ਕੇਸ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਸਮੀਰ ਮੋਦੀ ਦੇ ਖਿਲਾਫ ਲੁਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਯੂਰਪ ਦੇ ਬਿਜਨਸ ਟੂਰ ਤੋਂ ਵਾਪਸ ਪਰਤਣ ਸਮੇਂ ਸਮੀਰ ਮੋਦੀ ਨੂੰ ਗਿ੍ਰਫਤਾਰ ਕੀਤਾ ਗਿਆ। ਉਧਰ ਦੂਜੇ ਪਾਸੇ ਸਮੀਰ ਦੇ ਵਕੀਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ’ਤੇ ਲਗਾਏ ਗਏ ਆਰੋਪ ਝੂਠੇ ਹਨ।

ਅਚਾਨਕ ਆਏ ਹੜ੍ਹ ਕਾਰਨ 3 ਮੌਤਾਂ ਅਤੇ 4 ਵਿਅਕਤੀ ਲਾਪਤਾ

ਮੰਡੀ/ਬਿਊਰੋ ਨਿਊਜ਼ 

ਅੱਜ ਮੰਗਲਵਾਰ ਨੂੰ ਤੜਕਸਾਰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਚ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ। ਭਾਰੀ ਮੀਂਹ ਕਾਰਨ ਢਿੱਗਾਂ ਵੀ ਡਿੱਗੀਆਂ ਅਤੇ ਅਚਾਨਕ ਆਏ ਹੜ੍ਹ ਕਾਰਨ 3 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ 4 ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। ਮਿ੍ਰਤਕਾਂ ਵਿਚ ਦੋ ਮਹਿਲਾਵਾਂ ਅਤੇ ਇਕ ਮਾਸੂਮ ਅੱਠ ਮਹੀਨਿਆਂ ਦਾ ਬੱਚਾ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ। ਪ੍ਰਸ਼ਾਸਨ ਨੇ ਲੋਕਾਂ ਨੂੰ ਮੌਸਮ ਵਿਭਾਗ ਵਲੋਂ ਜਾਰੀ ਕੀਤੀ ਗਈ ਚਿਤਾਵਨੀ ਨੂੰ ਗੰਭੀਰਤਾ ਨਾਲ ਲੈਣ ਅਤੇ ਸੰਵੇਦਨਸ਼ੀਲ ਖੇਤਰਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਸਮੇਂ ਪਰਿਵਾਰ ਗੂੜ੍ਹੀ ਨੀਂਦ ਵਿਚ ਸੀ ਅਤੇ ਕੁਝ ਹੀ ਸਮੇਂ ਵਿਚ ਪੂਰਾ ਘਰ ਮਲਬੇ ਵਿਚ ਬਦਲ ਗਿਆ। 

ਕਿਹਾ : ਰਾਹੁਲ ਗਾਂਧੀ ਨੇ ਸੱਚਾਈ ਨੂੰ ਲਿਆਂਦਾ ਸਾਹਮਣੇ

ਚੰਡੀਗੜ੍ਹ/ਬਿਊਰੋ ਨਿਊਜ਼

‘ਵੋਟ ਚੋਰੀ’ ਦੇ ਮਾਮਲੇ ਵਿਚ ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਕੀਤੇ ਖੁਲਾਸੇ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਦਾ ਵੀ ਬਿਆਨ ਸਾਹਮਣੇ ਆਇਆ ਹੈ। ਬਾਜਵਾ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਰਾਹੁਲ ਗਾਂਧੀ ਨੇ ਸੱਚਾਈ ਨੂੰ ਸਾਹਮਣੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਵੋਟਾਂ ਚੋਰੀ ਕੀਤੀਆਂ ਜਾ ਰਹੀਆਂ ਹਨ ਅਤੇ ਚੋਣ ਕਮਿਸ਼ਨ ਵੋਟ ਚੋਰਾਂ ਦੀ ਰੱਖਿਆ ਕਰਨ ’ਚ ਲੱਗਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਮੋਦੀ-ਭਾਜਪਾ ਅਤੇ ਸਹਿਯੋਗੀ ਚੋਣ ਕਮਿਸ਼ਨ ਨੂੰ ਵੋਟਾਂ ਦੀ ਚੋਰੀ ਨਹੀਂ ਕਰਨ ਦਿਆਂਗੇ। ਬਾਜਵਾ ਨੇ ਦੇਸ਼ ਦੇ ਨੌਜਵਾਨਾਂ ਨੂੰ ਰਾਹੁਲ ਗਾਂਧੀ ਨਾਲ ਖੜ੍ਹਨ ਅਤੇ ਲੋਕਤੰਤਰ ਦੀ ਰੱਖਿਆ ਕਰਨ ਦੀ ਅਪੀਲ ਕੀਤੀ ਹੈ। ਧਿਆਨ ਰਹੇ ਕਿ ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮੁੱਦਾ ਚੁੱਕਿਆ ਸੀ ਅਤੇ ਇਸ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਆਰੋਪ ਵੀ ਲਗਾਏ ਸਨ।

ਆਰ.ਪੀ. ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਰਧਾਲੂਆਂ ਦੀ ਜ਼ਿੰਮੇਵਾਰੀ ਲੈਣ ਲਈ ਕਿਹਾ

ਚੰਡੀਗੜ੍ਹ/ਬਿਊਰੋ ਨਿਊਜ਼ 

ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਸੁਰੱਖਿਆ ਕਾਰਨਾਂ ਦੇ ਚੱਲਦਿਆਂ ਸਿੱਖ ਸ਼ਰਧਾਲੂਆਂ ਨੂੰ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿੱਖ ਸ਼ਰਧਾਲੂਆਂ ਨਾਲ ਕੋਈ ਸ਼ਰਾਰਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਇਸ ਕਰਕੇ ਹੀ ਕੇਂਦਰ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਭਾਜਪਾ ਆਗੂ ਆਰ.ਪੀ. ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਚੁਣੌਤੀ ਦੇਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੀਐਮ ਮਾਨ ਇੰਨੇ ਹੀ ਫਿਕਰਮੰਦ ਹਨ ਤਾਂ ਪਾਕਿਸਤਾਨ ਜਾਣ ਵਾਲੇ ਜਥੇ ਦੀ ਸੁਰੱਖਿਆ ਨੂੰ ਲੈ ਕੇ ਲਿਖਤੀ ਹਾਮੀ ਭਰਨ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.