Sunday, 14 June 2026

ਨਵੀਂ ਦਿੱਲੀ/ਬਿਊਰੋ ਨਿਊਜ਼ 

ਭਾਰਤੀ ਸੰਸਦ ਨੇ ਅੱਜ ਰਾਜ ਸਭਾ ਦੀ ਕਾਰਵਾਈ ਦੌਰਾਨ ਆਨਲਾਈਨ ਗੇਮਿੰਗ ਨੂੰ ਨਿਯਮਤ ਕਰਨ ਅਤੇ ਵਿੱਦਿਅਕ ਤੇ ਸਮਾਜਿਕ ਆਨਲਾਈਨ ਗੇਮਾਂ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਬਿੱਲ ਨੂੰ ਬਿਨਾ ਕਿਸੇ ਬਹਿਸ ਦੇ ਮਨਜੂਰੀ ਦੇ ਦਿੱਤੀ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸਮਾਜ ਵਿਚ ਇਕ ਵੱਡੀ ਬੁਰਾਈ ਫੈਲ ਰਹੀ ਹੈ ਅਤੇ ਇਸ ਤੋਂ ਬਚਣ ਲਈ ਇਹ ਬਿੱਲ ਲਿਆਂਦਾ ਗਿਆ ਹੈ। ਰਾਜ ਸਭਾ ਵਿਚ ‘ਆਨਲਾਈਨ ਸਪੋਰਟਸ ਪ੍ਰਮੋਸ਼ਨ ਐਂਡ ਰੈਗੂਲੇਸ਼ਨ ਬਿੱਲ-2025’ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਲੋਕ ਸਭਾ ਨੇ ਇਸ ਬਿੱਲ ਨੂੰ ਲੰਘੇ ਕੱਲ੍ਹ ਬੁੱਧਵਾਰ ਨੂੰ ਪਾਸ ਕਰ ਦਿੱਤਾ ਸੀ। ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਸ ਆਨਲਾਈਨ ਗੇਮਿੰਗ ਕਾਰਨ ਬਹੁਤ ਸਾਰੇ ਪਰਿਵਾਰ ਬਰਬਾਦ ਹੋ ਗਏ ਅਤੇ ਕਈ ਖੁਦਕੁਸ਼ੀਆਂ ਹੋਈਆਂ ਹਨ। ਉਨ੍ਹਾਂ ਇਸ ਸਬੰਧੀ ਕਈ ਰਿਪੋਰਟਾਂ ਦਾ ਹਵਾਲਾ ਵੀ ਦਿੱਤਾ। ਧਿਆਨ ਰਹੇ ਕਿ ਅੱਜ ਲੋਕ ਸਭਾ ਤੇ ਰਾਜ ਸਭਾ ਦਾ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਨਵੰਬਰ ਵਿਚ ਥਾਈਲੈਂਡ ’ਚ ਹੋਣ ਵਾਲੇ ਮਿਸ ਯੂਨੀਵਰਸ ਮੁਕਾਬਲੇ ’ਚ ਕਰੇਗੀ ਭਾਰਤ ਦੀ ਨੁਮਾਇੰਦਗੀ

ਨਵੀਂ ਦਿੱਲੀ/ਬਿਊਰੋ ਨਿਊਜ਼ 

ਮਿਸ ਯੂਨੀਵਰਸ ਇੰਡੀਆ-2025 ਦਾ ਤਾਜ ਇਸ ਵਾਰ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਹੈ। ਮਨਿਕਾ ਰਾਜਸਥਾਨ ਦੇ ਸ੍ਰੀ ਗੰਗਾਨਗਰ ਦੀ ਵਸਨੀਕ ਹੈ ਅਤੇ ਸ੍ਰੀਗੰਗਾਨਗਰ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ। ਮਿਸ ਯੂਨੀਵਰਸ ਇੰਡੀਆ 2025 ਦਾ ਗਰੈਂਡ ਫਿਨਾਲੇ ਜੈਪੁਰ ਵਿਚ ਆਯੋਜਿਤ ਕੀਤਾ ਗਿਆ ਸੀ। ਮਨਿਕਾ ਹੁਣ 21 ਨਵੰਬਰ ਨੂੰ ਥਾਈਲੈਂਡ ਵਿਚ ਹੋਣ ਵਾਲੇ 74ਵੇਂ ਮਿਸ ਯੂਨੀਵਰਸ ਮੁਕਾਬਲੇ ਵਿਚ ਭਾਰਤ ਦੀ ਨੁਮਾਇੰਦਗੀ ਕਰੇਗੀ। ਇਸਦੇ ਚੱਲਦਿਆਂ ਮਨਿਕਾ ਨੇ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਮੇਰੀ ਮੱਦਦ ਕੀਤੀ ਹੈ ਅਤੇ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਿਚ ਆਤਮ ਵਿਸ਼ਵਾਸ ਅਤੇ ਹਿੰਮਤ ਪੈਦਾ ਕਰਨ ਦੀ ਲੋੜ ਹੈ। 

ਕਾਂਗਰਸ ਪ੍ਰਧਾਨ ਖੜਗੇ, ਸੋਨੀਆ ਗਾਂਧੀ ਤੇ ਰਾਹੁਲ ਸਣੇ ਕਈ ਆਗੂ ਰਹੇ ਹਾਜ਼ਰ

ਨਵੀਂ ਦਿੱਲੀ/ਬਿਊਰੋ ਨਿਊਜ਼

ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਧਿਰ ‘ਇੰਡੀਆ’ ਗਠਜੋੜ ਦੇ ਉਮੀਦਵਾਰ ਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈਡੀ ਨੇ ਅੱਜ ਆਪਣਾ ਨਾਮਜ਼ਦਗੀ ਪਰਚਾ ਦਾਖਲ ਕਰ ਦਿੱਤਾ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਈ ਹੋਰ ਆਗੂ ਹਾਜ਼ਰ ਰਹੇ। ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਸੁਦਰਸ਼ਨ ਰੈਡੀ ਨੇ ਕਿਹਾ ਕਿ ਇਹ ਵਿਚਾਰਧਾਰਾ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸੇ ਸਿਆਸੀ ਪਾਰਟੀ ਨਾਲ ਜੁੜਿਆ ਨਹੀਂ ਹਾਂ, ਇਸ ਲਈ ਮੈਨੂੰ ਵਿਸ਼ਵਾਸ ਹੈ ਕਿ ਹਰ ਕੋਈ ਮੇਰਾ ਸਮਰਥਨ ਕਰੇਗਾ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਐਨ.ਡੀ.ਏ. ਨੇ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕਿ੍ਰਸ਼ਨਨ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਸੀ  ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਲੰਘੇ ਕੱਲ੍ਹ ਨਾਮਜ਼ਦਗੀ ਪਰਚਾ ਭਰ ਦਿੱਤਾ ਸੀ। ਧਿਆਨ ਰਹੇ ਕਿ ਉਪ ਰਾਸ਼ਟਰਪਤੀ ਦੇ ਅਹੁਦੇ ਲਈ 9 ਸਤੰਬਰ ਨੂੰ ਵੋਟਿੰਗ ਹੋਣੀ ਹੈ ਅਤੇ ਉਸੇ ਦਿਨ ਨਤੀਜਾ ਵੀ ਐਲਾਨ ਦਿੱਤਾ ਜਾਵੇਗਾ। 

ਕੇਂਦਰ ਸਰਕਾਰ ਕੋਲੋਂ ਮੰਗਿਆ ਸਪੱਸ਼ਟੀਕਰਨ

ਚੰਡੀਗੜ੍ਹ/ਬਿਊਰੋ ਨਿਊਜ਼ 

ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਸਦ ਵਿਚ ਸਿੱਖ ਭਾਈਚਾਰੇ ਲਈ ਬਹੁਤ ਹੀ ਮਹੱਤਵਪੂਰਨ ਮੁੱਦਾ ਚੁੱਕਿਆ ਹੈ। ਰੰਧਾਵਾ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਰੇ ਕੇਂਦਰ ਸਰਕਾਰ ਕੋਲੋਂ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਪੁੱਛਿਆ ਕਿ ਕੀ ਸਰਕਾਰ ਨੇ ਐਸ.ਜੀ.ਪੀ.ਸੀ. ਚੋਣਾਂ ਲਈ ਕੋਈ ਸਮਾਂ-ਸਾਰਣੀ ਨਿਰਧਾਰਤ ਕੀਤੀ ਹੈ। ਰੰਧਾਵਾ ਨੇ ਲੋਕ ਸਭਾ ਵਿਚ ਸਵਾਲ ਰੱਖਦੇ ਹੋਏ ਕਿਹਾ ਕਿ ਸਿੱਖ ਭਾਈਚਾਰੇ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਕਰਨੀ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਆਖਰੀ ਵਾਰ ਐਸ.ਜੀ.ਪੀ.ਸੀ. ਚੋਣਾਂ 2011 ਵਿਚ ਹੋਈਆਂ ਸਨ ਅਤੇ ਇਸ ਤੋਂ ਬਾਅਦ 14 ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਇਹ ਚੋਣਾਂ ਨਹੀਂ ਕਰਵਾਈਆਂ ਗਈਆਂ। ਇਸਦੇ ਚੱਲਦਿਆਂ ਕਾਂਗਰਸੀ ਆਗੂ ਕੁਲਬੀਰ ਸਿੰਘ ਜ਼ੀਰਾ ਨੇ ਰੰਧਾਵਾ ਵਲੋਂ ਇਹ ਮੁੱਦਾ ਚੁੱਕਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। 

ਲੰਘੇ ਕੱਲ੍ਹ ਜਨਤਕ ਸੁਣਵਾਈ ਦੌਰਾਨ ਰੇਖਾ ਗੁਪਤਾ ’ਤੇ ਹੋ ਗਿਆ ਸੀ ਹਮਲਾ

ਨਵੀਂ ਦਿੱਲੀ/ਬਿਊਰੋ ਨਿਊਜ਼ 

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਕੇਂਦਰ ਸਰਕਾਰ ਨੇ ਸੀ.ਆਰ.ਪੀ.ਐਫ. ਜਵਾਨਾਂ ਵਾਲੀ ਜੈਡ ਸਕਿਉਰਿਟੀ ਦੀ ਵੀ.ਆਈ.ਪੀ. ਸੁਰੱਖਿਆ ਦੇ ਦਿੱਤੀ ਹੈ। ਸੀ.ਐਮ. ਸਕਿਉਰਿਟੀ ਵਿਚ 22 ਤੋਂ 25 ਹਥਿਆਰਬੰਦ ਜਵਾਨ 24 ਘੰਟੇ ਤੈਨਾਤ ਰਹਿਣਗੇ। ਧਿਆਨ ਰਹੇ ਕਿ ਰੇਖਾ ਗੁਪਤਾ ’ਤੇ ਲੰਘੇ ਕੱਲ੍ਹ ਬੁੱਧਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ਉਤੇ ਜਨਤਕ ਸੁਣਵਾਈ ਦੌਰਾਨ ਗੁਜਰਾਤ ਦੇ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ ਸੀ। ਉਹ ਵਿਅਕਤੀ ਸ਼ਿਕਾਇਤਕਰਤਾ ਵਜੋਂ ਪੇਸ਼ ਹੋ ਕੇ ਜਨਤਕ ਮੀਟਿੰਗ ਵਿਚ ਸ਼ਾਮਲ ਹੋਣ ਲਈ ਆਇਆ ਸੀ। ਦਿੱਲੀ ਪੁਲਿਸ ਨੇ ਉਸ ਵਿਅਕਤੀ ’ਤੇ ਕਤਲ ਦੀ ਕੋਸ਼ਿਸ਼ ਦੇ ਆਰੋਪ ਲਗਾਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਹਮਲਾਵਰ ਨੇ ਇਕ ਦਿਨ ਪਹਿਲਾਂ ਸੀ.ਐਮ. ਰੇਖਾ ਗੁਪਤਾ ਦੀ ਸ਼ਾਲੀਮਾਰ ਬਾਗ ਸਥਿਤ ਰਿਹਾਇਸ਼ ਦੀ ਰੇਕੀ ਵੀ ਕੀਤੀ ਸੀ। ਆਰੋਪੀ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਰੇਖਾ ਗੁਪਤਾ ਨੂੰ ਮੁੱਖ ਮੰਤਰੀ ਬਣਾਇਆ ਸੀ। 

ਐਨ.ਡੀ.ਏ. ਦੇ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਹੋਵੇਗਾ ਚੋਣ ਮੁਕਾਬਲਾ

ਨਵੀਂ ਦਿੱਲੀ/ਬਿਊਰੋ ਨਿਊੁਜ਼  

‘ਇੰਡੀਆ’ ਗਠਜੋੜ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈਡੀ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਹੈ। ਧਿਆਨ ਰਹੇ ਕਿ ਉਪ ਰਾਸ਼ਟਰਪਤੀ ਦੇ ਅਹੁਦੇ ਲਈ 9 ਸਤੰਬਰ ਨੂੰ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਹੀ ਗਿਣਤੀ ਵੀ ਹੋ ਜਾਵੇਗੀ। ਇਸ ਅਹੁਦੇ ਲਈ ਨਾਮਜਦਗੀ ਪੱਤਰ ਭਰਨ ਦੀ ਆਖਰੀ ਮਿਤੀ 21 ਅਗਸਤ ਹੈ। ਉਧਰ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਸੀ.ਪੀ. ਰਾਧਾਕ੍ਰਿਸ਼ਨਨ ਦੇ ਨਾਮ ’ਤੇ ਸਰਬਸੰਮਤੀ ਬਣਾਉਣ ਦੀ ਕੀਤੀ ਅਪੀਲ ਕੀਤੀ ਹੈ। ਸੰਸਦ ਭਵਨ ਕੰਪਲੈਕਸ ਵਿਚ ਐਨ.ਡੀ.ਏ. ਸੰਸਦੀ ਦਲ ਦੀ ਬੈਠਕ ਦੌਰਾਨ ਰਾਧਾਕ੍ਰਿਸ਼ਨਨ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਰਾਧਾਕ੍ਰਿਸ਼ਨਨ ਦੀ ਸੰਸਦ ਮੈਂਬਰਾਂ ਨਾਲ ਜਾਣ-ਪਛਾਣ ਵੀ ਕਰਵਾਈ ਗਈ। ਇਸਦੇ ਚੱਲਦਿਆਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਬੀ. ਸੁਦਰਸ਼ਨ ਰੈਡੀ ਦਾ ਚੋਣ ਮੁਕਾਬਲਾ ਐਨ.ਡੀ.ਏ. ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਹੋਵੇਗਾ। ਜ਼ਿਕਰਯੋਗ ਹੈ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਪਿਛਲੇ ਦਿਨੀਂ ਅਚਾਨਕ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਦੋਂ ਕਿ ਉਨ੍ਹਾਂ ਦਾ ਕਾਰਜਕਾਲ 10 ਅਗਸਤ 2027 ਤੱਕ ਸੀ।   

 

ਲੋਕ ਸਭਾ ’ਚ ਬਿੱਲ ਹੋਇਆ ਪੇਸ਼ 

ਨਵੀਂ ਦਿੱਲੀ/ਬਿਊਰੋ ਨਿਊਜ਼

ਪ੍ਰਧਾਨ ਮੰਤਰੀ, ਮੁੱਖ ਮੰਤਰੀ ਜਾਂ ਕੋਈ ਵੀ ਮੰਤਰੀ ਗੰਭੀਰ ਅਪਰਾਧਾਂ ਦੇ ਮਾਮਲੇ ’ਚ ਗਿ੍ਰਫਤਾਰ ਹੁੰਦਾ ਹੈ ਜਾਂ 30 ਦਿਨਾਂ ਦੀ ਹਿਰਾਸਤ ਵਿਚ ਰਹਿੰਦਾ ਹੈ, ਤਾਂ ਉਸ ਨੂੰ ਅਹੁਦਾ ਛੱਡਣਾ ਪਏਗਾ। ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਇਸ ਨਾਲ ਸਬੰਧਿਤ ਤਿੰਨ ਬਿੱਲ ਪੇਸ਼ ਕੀਤੇ ਹਨ। ਇਨ੍ਹਾਂ ਤਿੰਨਾਂ ਬਿੱਲਾਂ ਦੇ ਖਿਲਾਫ ਵਿਰੋਧੀ ਧਿਰ ਨੇ ਲੋਕ ਸਭਾ ਵਿਚ ਜੰਮ ਕੇ ਹੰਗਾਮਾ ਵੀ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਇਨ੍ਹਾਂ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ ਅਤੇ ਬਿੱਲ ਦੀਆਂ ਕਾਪੀਆਂ ਵੀ ਪਾੜ ਦਿੱਤੀਆਂ। ਇਸਦੇ ਚੱਲਦਿਆਂ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ’ਤੇ ਕਾਗਜ਼ ਵੀ ਸੁੱਟੇ। ਇਸਦੇ ਚੱਲਦਿਆਂ ਅਮਿਤ ਸ਼ਾਹ ਨੇ ਇਨ੍ਹਾਂ ਬਿੱਲਾਂ ਨੂੰ ਸੰਯੁਕਤ ਸੰਸਦੀ ਕਮੇਟੀ ਕੋਲ ਭੇਜਣ ਦੀ ਗੱਲ ਕਹੀ ਹੈ। ਦੱਸਿਆ ਗਿਆ ਕਿ ਇਹ ਤਿੰਨੋਂ ਬਿੱਲ ਵੱਖ-ਵੱਖ ਇਸ ਲਈ ਲਿਆਂਦੇ ਗਏ ਹਨ ਕਿਉਂਕਿ ਕੇਂਦਰ ਸਰਕਾਰ, ਰਾਜ ਸਰਕਾਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲੀਡਰਾਂ ਦੇ ਲਈ ਵੱਖ-ਵੱਖ ਪ੍ਰਬੰਧ ਹਨ। 

ਪੰਜਾਬ ’ਚ ਵੀ ਦਰਿਆਵਾਂ ਨੇੜਲੇ ਪਿੰਡਾਂ ’ਚ ਹਜ਼ਾਰਾਂ ਏਕੜ ਫਸਲ ਹੋਈ ਖਰਾਬ

ਨਵੀਂ ਦਿੱਲੀ ਬਿਊਰੋ ਨਿਊਜ਼   

ਮੁੰਬਈ ਵਿਚ ਲਗਾਤਾਰ ਮੀਂਹ ਕਾਰਨ ਹਾਲਾਤ ਵਿਗੜਨ ਲੱਗੇ ਹਨ। ਅੱਜ ਮੰਗਲਵਾਰ ਨੂੰ ਵੀ ਮੁੰਬਈ ਵਿਚ ਭਾਰੀ ਮੀਂਹ ਪਿਆ ਹੈ। ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਅਤੇ ਇਸ ਕਰਕੇ ਸਕੂੁਲਾਂ ਅਤੇ ਕਾਲਜਾਂ ਵਿਚ ਅੱਜ ਵੀ ਛੁੱਟੀ ਰਹੀ। ਇਸਦੇ ਨਾਲ ਹੀ ਸਰਕਾਰੀ ਅਤੇ ਅਰਧ-ਸਰਕਾਰੀ ਦਫਤਰ ਵੀ ਬੰਦ ਰੱਖੇ ਗਏ।  ਮੁੰਬਈ ਵਿਚ ਭਾਰੀ ਮੀਂਹ ਦੇ ਚੱਲਦਿਆਂ ਫਲਾਈਟਾਂ ਵੀ ਦੇਰੀ  ਨਾਲ ਹੀ ਉਡ ਰਹੀਆਂ ਹਨ। ਇੰਡੀਗੋ ਏਅਰਲਾਈਨ ਨੇ ਮੁੰਬਈ ਤੋਂ ਜਹਾਜ਼ ਰਾਹੀਂ ਸਫਰ ਕਰਨ ਵਾਲਿਆਂ ਲਈ  ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਏਅਰਲਾਈਨ ਨੇ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਉਡਾਣਾਂ ਵਿਚ ਦੇਰੀ ਦੀ ਸੰਭਾਵਨਾ ਕਾਰਨ ਸਾਵਧਾਨ ਰਹਿਣ। ਉਧਰ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਅੱਧੀ ਰਾਤ ਤੋਂ ਬਾਅਦ ਬੱਦਲ ਫਟਿਆ ਅਤੇ ਪਾਣੀ ਦੇ ਤੇਜ਼ ਵਹਾਅ ਵਿਚ ਤਿੰਨ ਦੁਕਾਨਾਂ ਰੁੜ ਗਈਆਂ। ਇਸੇ ਦੌਰਾਨ ਪੰਜਾਬ ’ਚ ਬਿਆਸ ਤੇ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦਾ ਜਨ ਜੀਵਨ ਵੀ ਹੜ੍ਹਾਂ ਦੇ ਪਾਣੀ ਨੇ ਪ੍ਰਭਾਵਿਤ ਕੀਤਾ ਹੈ ਅਤੇ ਹਜ਼ਾਰਾਂ ਏਕੜ ਫਸਲ ਵੀ ਖਰਾਬ ਹੋ ਚੁੱਕੀ ਹੈ। 

ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ ਤੇ ਜੇਪੀ ਨੱਢਾ ਰਹੇ ਹਾਜ਼ਰ

ਨਵੀਂ ਦਿੱਲੀ/ਬਿਊਰੋ ਨਿਊਜ਼ 

ਉਪ ਰਾਸ਼ਟਰਪਤੀ ਅਹੁਦੇ ਲਈ ਐਨ.ਡੀ.ਏ. ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਜੇਪੀ ਨੱਢਾ ਸਣੇ ਕਈ ਭਾਜਪਾ ਆਗੂ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਲੰਘੀ 17 ਅਗਸਤ ਨੂੰ ਹੋਈ ਭਾਜਪਾ ਸੰਸਦੀ ਦਲ ਦੀ ਬੈਠਕ ਦੌਰਾਨ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਸੀ.ਪੀ. ਰਾਧਾਕ੍ਰਿਸ਼ਨਨ ਦੇ ਨਾਮ ’ਤੇ ਸਹਿਮਤੀ ਬਣੀ ਸੀ। ਇਸ ਤੋਂ ਬਾਅਦ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਪ੍ਰੈਸ ਕਾਨਫਰੰਸ ਕਰਕੇ ਰਾਧਾਕ੍ਰਿਸ਼ਨਨ ਦੇ ਨਾਮ ਦਾ ਐਲਾਨ ਕੀਤਾ ਸੀ। ਉਪ ਰਾਸ਼ਟਰਪਤੀ ਦੇ ਅਹੁਦੇ ਲਈ ਰਾਧਾਕ੍ਰਿਸ਼ਨਨ ਦਾ ਚੋਣ ਮੁਕਾਬਲਾ ਇੰਡੀਆ ਗਠਜੋੜ ਦੇ ਉਮੀਦਵਾਰ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈਡੀ ਨਾਲ ਹੋਵੇਗਾ। ਧਿਆਨ ਰਹੇ ਕਿ ਉਪ ਰਾਸ਼ਟਰਪਤੀ ਦੇ ਅਹੁਦੇ ਲਈ 9 ਸਤੰਬਰ ਨੂੰ ਵੋਟਿੰਗ ਹੋਣੀ ਹੈ। 

ਪਹਾੜਾਂ ’ਚ ਜ਼ਿਆਦਾ ਮੀਂਹ ਪੈਣ ਕਰਕੇ ਪੰਜਾਬ ਦੇ ਦਰਿਆਵਾਂ ’ਚ ਵੀ ਪਾਣੀ ਦਾ ਪੱਧਰ ਵਧਿਆ 

ਚੰਡੀਗੜ੍ਹ/ਬਿਊਰੋ ਨਿਊਜ਼

ਮੁੰਬਈ ਅਤੇ ਨੇੜਲੇ ਇਲਾਕਿਆਂ ਵਿਚ ਅੱਜ ਤੇਜ਼ ਮੀਂਹ ਪੈਣ ਦੀਆਂ ਖਬਰਾਂ ਮਿਲੀਆਂ ਹਨ ਅਤੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਤੇਜ਼ ਮੀਂਹ ਪੈਣ ਕਾਰਨ ਸੜਕਾਂ ’ਤੇ ਲੰਮੇ-ਲੰਮੇ ਜਾਮ ਲੱਗ ਗਏ ਅਤੇ ਇਸਨੂੰ ਦੇਖਦਿਆਂ ਮੁੰਬਈ ਦੇ ਸਾਰੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਕਰ ਦਿੱਤੀ ਗਈ। ਮੀਂਹ ਕਾਰਨ ਮੁੰਬਈ ਏਅਰਪੋਰਟ ਦੀਆਂ ਕਈ ਉਡਾਣਾਂ ਵੀ ਲੇਟ ਹੋ ਗਈਆਂ। ਮੌਸਮ ਵਿਭਾਗ ਵਲੋਂ ਅਜੇ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਬਗੈਰ ਕੰਮ ਤੋਂ ਘਰਾਂ ’ਚੋਂ ਬਾਹਰ ਨਾ ਜਾਣ ਦੀ ਅਪੀਲ ਕੀਤੀ ਗਈ ਹੈ।  ਇਸੇ ਦੌਰਾਨ ਪਹਾੜਾਂ ਵਿਚ ਜ਼ਿਆਦਾ ਮੀਂਹ ਪੈਣ ਕਾਰਨ ਅਤੇ ਡੈਮਾਂ ਵਿਚੋਂ ਛੱਡੇ ਜਾ ਰਹੇ ਪਾਣੀ ਕਾਰਨ ਪੰਜਾਬ ਦੇ ਦਰਿਆਵਾਂ ਵਿਚ ਵੀ ਪਾਣੀ ਦਾ ਪੱਧਰ ਵਧ ਗਿਆ ਹੈ। ਰਾਵੀ ਦਰਿਆ ਵਿਚ ਵੀ ਪਾਣੀ ਦਾ ਵਹਾਅ ਤੇਜ਼ ਹੈ ਅਤੇ ਅੰਮਿ੍ਰਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਵੀ ਦਰਿਆ ਨੇੜਲੇ ਇਲਾਕਿਆਂ ਦਾ ਦੌਰਾ ਕੀਤਾ ਹੈ। ਇਸੇ ਦੌਰਾਨ ਦਰਿਆਵਾਂ ਨੇੜਲੇ ਪਿੰਡਾਂ ਵਿਚ ਅਲਰਟ ਵੀ ਜਾਰੀ ਕੀਤਾ ਗਿਆ ਹੈ। 

ਹਮਲਾ ਕਰਨ ਵਾਲੇ ਦੀ ਪਛਾਣ ਗੁਜਰਾਤ ਦੇ ਰਾਜਕੋਟ ਵਾਸੀ ਵਜੋਂ ਹੋਈ

ਨਵੀਂ ਦਿੱਲੀ/ਬਿਊਰੋ ਨਿਊਜ਼ 

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਅੱਜ ਬੁੱਧਵਾਰ ਸਵੇਰੇ ਸੀਐਮ ਹਾਊਸ ’ਚ ਜਨਤਕ ਸੁਣਵਾਈ ਦੌਰਾਨ ਹਮਲੇ ਦੀ ਕੋਸ਼ਿਸ਼ ਹੋਈ ਹੈ। ਇਸ ਹਮਲੇ ਦੀ ਪੁਸ਼ਟੀ ਕਰਦੇ ਹੋਏ ਦਿੱਲੀ ਸੀਐਮ ਦਫਤਰ ਨੇ ਬਿਆਨ ਜਾਰੀ ਕੀਤਾ ਹੈ। ਬਿਆਨ ਵਿਚ ਕਿਹਾ ਗਿਆ ਕਿ ਅੱਜ ਜਨਤਕ ਸੁਣਵਾਈ ਦੌਰਾਨ ਇਕ ਵਿਅਕਤੀ ਨੇ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ ਕੀਤਾ ਅਤੇ ਦਿੱਲੀ ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਗਿ੍ਰਫਤਾਰ ਕਰ ਲਿਆ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋਸ਼ੀ ਵਿਅਕਤੀ ਨੇ ਆਪਣਾ ਨਾਮ ਰਾਜੇਸ਼ ਭਾਈ ਖਿਮਜੀ ਦੱਸਿਆ ਹੈ ਅਤੇ ਇਹ ਵਿਅਕਤੀ ਗੁਜਰਾਤ ਦੇ ਰਾਜਕੋਟ ਦਾ ਰਹਿਣ ਵਾਲਾ ਹੈ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਹੈ ਕਿ ਦੋਸ਼ੀ ਵਿਅਕਤੀ ਨੇ ਮੁੱਖ ਮੰਤਰੀ ਦਾ ਹੱਥ ਫੜ ਕੇ ਖਿੱਚਿਆ। ਇਸ ਦੌਰਾਨ ਮੁੱਖ ਮੰਤਰੀ ਦਾ ਸਿਰ ਇਕ ਮੇਜ਼ ਵਿਚ ਲੱਗ ਗਿਆ, ਜਿਸ ਕਰਕੇ ਉਨ੍ਹਾਂ ਦੇ ਸਿਰ ਵਿਚ ਸੱਟ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਵਿਅਕਤੀ ਦਾ ਇਕ ਰਿਸ਼ਤੇਦਾਰ ਜੇਲ੍ਹ ਵਿਚ ਹੈ, ਜਿਸਦੀ ਰਿਹਾਈ ਲਈ ਉਹ ਦਿੱਲੀ ਦੀ ਮੁੱਖ ਮੰਤਰੀ ਕੋਲ ਪਟੀਸ਼ਨ ਲੈ ਕੇ ਪਹੁੰਚਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀ ਦੱਸਿਆ ਗਿਆ ਕਿ ਦੋਸ਼ੀ ਵਿਅਕਤੀ ਨੇ ਮੁੱਖ ਮੰਤਰੀ ਰੇਖਾ ਗੁਪਤਾ ਦੇ ਥੱਪੜ ਵੀ ਮਾਰਿਆ ਹੈ, ਪਰ ਭਾਜਪਾ ਨੇ ਇਸ ਗੱਲ ਨੂੰ ਗਲਤ ਦੱਸਿਆ ਹੈ।

ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਸੀ ਵਿਵਾਦ

ਅੰਮਿ੍ਰਤਸਰ/ਬਿਊਰੋ ਨਿਊਜ਼ 

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ ਹੁਣ ਖਤਮ ਹੋ ਗਿਆ ਹੈ। ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੋਂ 14 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਹੋਏ ਆਦੇਸ਼ ਅਨੁਸਾਰ ਮਿਲ ਬੈਠ ਕੇ ਅਤੇ ਪੰਥਕ ਇਕਜੁਟਤਾ ਦੀ ਭਾਵਨਾ ਨਾਲ ਹੱਲ ਕੀਤਾ ਗਿਆ ਹੈ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਦੀ ਪਾਲਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਮੌਜੂਦਾ ਸਮਾਂ ਸਿੱਖ ਸ਼ਕਤੀ ਨੂੰ ਇਕਜੁੱਟ ਕਰਨ ਅਤੇ ਸਿੱਖ ਸੰਸਥਾਵਾਂ ਨੂੰ ਪੰਥਕ ਏਕਤਾ ਦੀ ਭਾਵਨਾ ਅਨੁਸਾਰ ਮਜ਼ਬੂਤ ਕਰਨਾ ਹੈ। ਧਿਆਨ ਰਹੇ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼ ਜਾਰੀ ਕਰਕੇ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਸਾਰੇ ਅਦਾਲਤੀ ਕੇਸ ਵਾਪਸ ਲੈਣ ਅਤੇ ਪ੍ਰਬੰਧਕ ਕਮੇਟੀ ਨੂੰ ਬਣਦਾ ਬਕਾਇਆ ਦੇਣ ਲਈ ਕਿਹਾ ਗਿਆ ਸੀ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.