Sunday, 14 June 2026

 

ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ

ਨਵੀਂ ਦਿੱਲੀ/ਬਿਊਰੋ ਨਿਊਜ਼

ਬੈਂਕ, ਬੀਮਾ, ਡਾਕ ਅਤੇ ਪਬਲਿਕ ਟਰਾਂਸਪੋਰਟ ਜਿਹੀਆਂ ਸੇਵਾਵਾਂ ਅੱਜ ਯਾਨੀ 9 ਜੁਲਾਈ ਨੂੰ ਭਾਰਤ ’ਚ ਕਈ ਥਾਈਂ ਪ੍ਰਭਾਵਿਤ ਹੋਈਆਂ ਹਨ। ਧਿਆਨ ਰਹੇ ਕਿ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਹਨਾਂ ਦੇ ਸਹਿਯੋਗੀ ਸੰਗਠਨਾਂ ਨੇ ਹੜਤਾਲ ਦਾ ਸੱਦਾ ਦਿੱਤਾ ਸੀ। ਇਸੇ ਦੌਰਾਨ ਯੂਨੀਅਨ ਦਾ ਦਾਅਵਾ ਹੈ ਕਿ ਦੇਸ਼ ਭਰ ਵਿਚ ਅੱਜ 25 ਕਰੋੜ ਕਰਮਚਾਰੀ ਹੜਤਾਲ ’ਤੇ ਰਹੇ। ਟਰੇਡ ਯੂਨੀਅਨਾਂ ਨਿੱਜੀਕਰਨ ਅਤੇ ਚਾਰ ਨਵੇਂ ਲੇਬਰ ਕੋਡਜ਼ ਦੇ ਵਿਰੋਧ ਵਿਚ ਹਨ। ਇਹ ਯੂਨੀਅਨਾਂ ਕੇਂਦਰ ਦੀਆਂ ਉਨ੍ਹਾਂ ਨੀਤੀਆਂ ਦਾ ਵਿਰੋਧ ਕਰ ਰਹੀਆਂ ਹਨ, ਜਿਨ੍ਹਾਂ ਨੂੰ ਮਜ਼ਦੂਰ-ਵਿਰੋਧੀ, ਕਿਸਾਨ-ਵਿਰੋਧੀ ਅਤੇ ਕਾਰਪੋਰੇਟ ਪੱਖੀ ਮੰਨਿਆ ਜਾਂਦਾ ਹੈ। ਇਸਦੇ ਚੱਲਦਿਆਂ ਪੰਜਾਬ ਵਿਚ ਵੀ ਅੱਜ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ, ਜਿਸ ਕਰਕੇ ਬੱਸਾਂ ਵਿਚ  ਸਫਰ ਕਰਨ ਵਾਲੇ ਵਿਅਕਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਮੁਲਾਜ਼ਮਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕੀਤਾ ਜਾਵੇ ਅਤੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ। 

 

 

ਨਵੀਂ ਦਿੱਲੀ/ਬਿਊਰੋ ਨਿਊਜ਼ 

ਨਰਿੰਦਰ ਮੋਦੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੁਨੀਆ ਦੇ ਸਭ ਤੋਂ ਵੱਧ ਬਰਾਬਰੀ ਵਾਲੇ ਮੁਲਕਾਂ ਵਿਚ ਸ਼ੁਮਾਰ ਹੈ। ਕਾਂਗਰਸ ਨੇ ਸਰਕਾਰ ਦੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਬੇਈਮਾਨੀ ਕਰਾਰ ਦਿੱਤਾ ਹੈ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਮੋਦੀ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਪ ਕਰੌਨੋਲੋਜੀ ਸਮਝੀਏ। ਉਨ੍ਹਾਂ ਦੱਸਿਆ ਕਿ ਵਿਸ਼ਵ ਬੈਂਕ ਨੇ ਅਪ੍ਰੈਲ 2025 ਵਿਚ ਭਾਰਤ ਲਈ ਆਪਣੀ ਗਰੀਬੀ ਅਤੇ ਸਮਾਨਤਾ ਜਾਣਕਾਰੀ ਜਾਰੀ ਕੀਤੀ ਸੀ।  ਜੈਰਾਮ ਰਮੇਸ਼ ਨੇ ਦਾਅਵਾ ਕੀਤਾ ਕਿ ਜਦੋਂ ਅਸੀਂ ਭਾਰਤ ਦੀ ਆਮਦਨ ਸਮਾਨਤਾ ਦੀ ਤੁਲਨਾ ਦੁਨੀਆ ਦੇ ਬਾਕੀ ਹਿੱਸਿਆਂ ਨਾਲ ਕਰਦੇ ਹਾਂ ਤਾਂ ਭਾਰਤ ਦਾ ਪ੍ਰਦਰਸ਼ਨ ਬਹੁਤ ਮਾੜਾ ਦਿਖਾਈ ਦਿੰਦਾ ਹੈ। ਉੁਨ੍ਹਾਂ ਕਿਹਾ ਕਿ ਭਾਰਤ ਚੌਥਾ ਸਭ ਤੋਂ ਵੱਧ ਬਰਾਬਰੀ ਵਾਲਾ ਸਮਾਜ ਨਹੀਂ ਹੈ, ਇਹ ਅਸਲ ਵਿਚ ਦੁਨੀਆ ਦਾ 40ਵਾਂ ਸਭ ਤੋਂ ਵੱਧ ਨਾਬਰਾਬਰੀ ਵਾਲਾ ਸਮਾਜ ਹੈ। 

 

 

ਨਵੀਂ ਦਿੱਲੀ/ਬਿਊਰੋ ਨਿਊਜ਼ 

ਰਾਜਸਥਾਨ ਦੇ ਚੁਰੂ ਵਿਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਫੌਜ ਦੇ ਸੂਤਰਾਂ ਮੁਤਾਬਕ ਇਸ ਹਾਦਸੇ ਵਿਚ ਜਹਾਜ਼ ਦੇ ਪਾਇਲਟ ਅਤੇ ਕੋ-ਪਾਇਲਟ ਦੀ ਜਾਨ ਚਲੇ ਗਈ ਹੈ। ਚੁਰੂ ਦੇ ਐਸ.ਪੀ.  ਜੈ ਯਾਦਵ ਨੇ ਦੱਸਿਆ ਕਿ ਰਾਜਲ ਦੇਸਰ ਥਾਣਾ ਖੇਤਰ ਵਿਚ ਪਿੰਡ ਭਾਣੂਦਾ ਵਿਚ ਇਹ ਜਹਾਜ਼ ਕਰੈਸ਼ ਹੋਇਆ ਹੈ ਅਤੇ ਦੋ ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਧਿਆਨ ਰਹੇ ਕਿ ਪਿਛਲੇ 5 ਮਹੀਨਿਆਂ ’ਚ ਦੇਸ਼ ਭਰ ’ਚ ਤਿੰਨ ਜਗੁਆਰ ਕਰੈਸ਼ ਹੋ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਜਗੁਆਰ ਫਾਈਟਰ ਜਹਾਜ਼ ਨੇ ਸ੍ਰੀ ਗੰਗਾਨਗਰ ਦੇ ਨੇੜੇ ਸੂਰਤਗੜ੍ਹ ਏਅਰਬੇਸ ਤੋਂ ਉਡਾਨ ਭਰੀ ਸੀ। ਸਥਾਨਕ ਲੋਕਾਂ ਦਾ ਦੱਸਣਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਜਹਾਜ਼ ਦੀ ਗੜਗੜਾਹਟ ਸੁਣਾਈ ਦਿੱਤੀ ਅਤੇ ਫਿਰ ਜ਼ੋਰਦਾਰ ਧਮਾਕੇ ਦੀ ਆਵਾਜ਼ ਆਈ। ਫੌਜ ਦੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

 

ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ

ਚੰਡੀਗੜ੍ਹ/ਬਿਊਰੋ ਨਿਊਜ਼

ਹਿਮਾਚਲ ਪ੍ਰਦੇਸ਼ ਵਿਚ ਲੰਘੀ 20 ਜੂਨ ਨੂੰ ਮੌਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 69 ਮੌਤਾਂ ਹੋਈਆਂ ਹਨ ਅਤੇ 500 ਕਰੋੜ ਤੋਂ ਵੀ ਵੱਧ ਦਾ ਨੁਕਸਾਨ ਹੋ ਗਿਆ ਹੈ। ਸੂਬੇ ਵਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਇਸ ਸਮੇਂ ਦੌਰਾਨ ਹੋਏ ਸੜਕ ਹਾਦਸਿਆਂ ਵਿਚ 26 ਮੌਤਾਂ ਅਤੇ ਮਾਨਸੂਨ ਦੇ ਕਹਿਰ ਕਾਰਨ ਹੁਣ ਤੱਕ 43 ਮੌਤਾਂ ਹੋਈਆਂ ਹਨ। ਉਤਰਾਖੰਡ ਦੇ ਰੁਦਰਪ੍ਰਯਾਗ ਵਿਚ ਵੀ ਲਗਾਤਾਰ ਪੈ ਰਹੇ ਮੀਂਹ ਕਾਰਨ ਅਲਕਨੰਦਾ ਨਦੀ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸੇ ਦੌਰਾਨ ਪੰਜਾਬ ਵਿਚ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਭਰਵਾਂ ਮੀਂਹ ਪੈਣ ਦਾ ਅਨੁਮਾਨ ਹੈ। ਇਸੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ ਤਾਂ ਜੋ ਭਾਰੀ ਮੀਂਹ ਦੌਰਾਨ ਕਿਸੇ ਵੀ ਸੰਭਾਵੀ ਨੁਕਸਾਨ ਤੋਂ ਬਚਿਆ ਜਾ ਸਕੇ। 

 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ/ਬਿਊਰੋ ਨਿਊਜ਼  

ਗੁਜਰਾਤ ਦੇ ਵਡੋਦਰਾ ਵਿਚ ਮਹੀਸਾਗਰ ਨਦੀ ’ਤੇ ਬਣਿਆ ਪੁਲ ਅੱਜ ਬੁੱਧਵਾਰ ਸਵੇਰੇ ਡਿੱਗ ਪਿਆ। ਹਾਦਸੇ ਦੇ ਸਮੇਂ ਪੁਲ ਉਤੋਂ ਗੱਡੀਆਂ ਲੰਘ ਰਹੀਆਂ ਸਨ। ਪੁਲ ਡਿੱਗਣ ਦੇ ਕਾਰਨ ਦੋ ਟਰੱਕ, ਦੋ ਕਾਰਾਂ ਅਤੇ ਇਕ ਰਿਕਸ਼ਾ ਨਦੀ ’ਚ ਡਿੱਗ ਗਿਆ। ਇਸ ਹਾਦਸੇ ਵਿਚ 9 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ 8 ਵਿਅਕਤੀਆਂ ਨੂੰ ਸਥਾਨਕ ਲੋਕਾਂ ਨੇ ਬਚਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ 45 ਸਾਲ ਪੁਰਾਣਾ ਪੁਲ ਮੱਧ ਗੁਜਰਾਤ ਨੂੰ ਸੌਰਾਸ਼ਟਰ ਨਾਲ ਜੋੜਦਾ ਸੀ। ਇਸ ਭਿਆਨਕ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਸਾਂਝਾ ਕੀਤਾ ਹੈ ਅਤੇ ਪ੍ਰਧਾਨ ਮੰਤਰੀ ਰਾਹਤ ਫੰਡ ਵਿਚੋਂ ਮਿ੍ਰਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਮੱਦਦ ਦੇਣ ਦਾ ਐਲਾਨ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ 45 ਸਾਲ ਪੁਰਾਣੇ ਇਸ ਪੁਲ ਦੀ ਮੁਰੰਮਤ ਦੇ ਲਈ ਪ੍ਰਸ਼ਾਸਨ ਨੂੰ ਕਈ ਵਾਰ ਸੂਚਿਤ ਕੀਤਾ ਜਾ ਚੁੱਕਾ ਹੈ। ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਹਾਦਸਾ ਵਾਪਰਿਆ ਹੈ। ਸਥਾਨਕ ਲੋਕਾਂ ਨੇ ਦੱਸਿਆ ਇਸ ਹਾਦਸੇ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।

 

ਚੌਥੇ ਗੇੜ ਦੀ ਮੀਟਿੰਗ ’ਚ ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਕਰਨਗੇ ਗੱਲਬਾਤ

ਚੰਡੀਗੜ੍ਹ/ਬਿਊਰੋ ਨਿਊਜ਼

ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਕੇਂਦਰ ਸਰਕਾਰ ਦੀ ਅਗਵਾਈ ਹੇਠ ਨਵੀਂ ਦਿੱਲੀ ਵਿਚ ਗੱਲਬਾਤ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਉਂਦੀ 9 ਜੁਲਾਈ ਨੂੰ ਨਵੀਂ ਦਿੱਲੀ ਵਿਚ ਸ਼ਾਮ 4 ਵਜੇ ਮੀਟਿੰਗ ਕਰਨਗੇ।  ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਇਸ ਮਾਮਲੇ ’ਚ ਇਹ ਚੌਥੇ ਗੇੜ ਦੀ ਗੱਲਬਾਤ ਹੋਵੇਗੀ, ਜਿਸ ਵਿਚ ਕੇਂਦਰ ਸਰਕਾਰ ਸਾਲਸ ਦੀ ਭੂਮਿਕਾ ਨਿਭਾ ਰਿਹਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਤੋਂ ਪਹਿਲਾਂ ਵੀ ਤਿੰਨ ਮੀਟਿੰਗਾਂ ਹੋਈਆਂ, ਜੋ ਬੇਸਿੱਟਾ ਹੀ ਰਹੀਆਂ ਸਨ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਿਚ 13 ਅਗਸਤ ਨੂੰ ਐਸ.ਵਾਈ.ਐਲ. ਮਾਮਲੇ ’ਤੇ ਸੁਣਵਾਈ ਵੀ ਹੋਣੀ ਹੈ, ਉਸ ਤੋਂ ਪਹਿਲਾਂ ਕੇਂਦਰ ਸਰਕਾਰ ਦੋਵੇਂ ਸੂਬਿਆਂ ਵਿਚਾਲੇ ਗੱਲਬਾਤ ਅੱਗੇ ਵਧਾ ਰਹੀ ਹੈ।

 

ਮਨੁੱਖੀ ਤਸਕਰੀ ਰੈਕੇਟ ਦੇ ਸਬੰਧ ’ਚ ਕੀਤੀ ਜਾ ਰਹੀ ਹੈ ਜਾਂਚ

ਚੰਡੀਗੜ੍ਹ/ਬਿਊਰੋ ਨਿਊਜ਼  

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿਚ 11 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਮਨੁੱਖੀ ਤਸਕਰੀ ਰੈਕੇਟ ਦੇ ਸਬੰਧ ਵਿਚ ਕੀਤੀ ਗਈ ਹੈ, ਜੋ ਅਮਰੀਕਾ ਤੋਂ ਕਈ ਗੈਰਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਬਾਅਦ ਸਾਹਮਣੇ ਆਈ ਸੀ। ਈਡੀ ਦੇ ਜਲੰਧਰ ਜ਼ੋਨਲ ਦਫਤਰ ਵਲੋਂ ਕੀਤੀ ਗਈ ਇਹ ਛਾਪੇਮਾਰੀ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ ਦੇ ਤਹਿਤ ਚੱਲ ਰਹੀ ਜਾਂਚ ਦੌਰਾਨ ਇਕੱਠੀ ਕੀਤੀ ਗਈ ਜਾਣਕਾਰੀ ਦੇ ਅਧਾਰ ’ਤੇ ਹੋਈ ਹੈ। ਈਡੀ ਵਲੋਂ ਜਿਨ੍ਹਾਂ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ, ਉਨ੍ਹਾਂ ਵਿਚ ਅੰਮਿ੍ਰਤਸਰ, ਸੰਗਰੂਰ, ਪਟਿਆਲਾ, ਮੋਗਾ, ਅੰਬਾਲਾ, ਕੁਰੂਕਸ਼ੇਤਰ ਅਤੇ ਕਰਨਾਲ ਸ਼ਾਮਲ ਹਨ। ਇਹ ਛਾਪੇਮਾਰੀ ਪੰਜਾਬ ਅਤੇ ਹਰਿਆਣਾ ਦੀਆਂ ਪੁਲਿਸ ਅਥਾਰਿਟੀਆਂ ਵਲੋਂ ਟਰੈਵਲ ਏਜੰਟਾਂ ਵਿਰੁੱਧ ਦਰਜ ਕੀਤੀਆਂ ਗਈਆਂ ਐਫ.ਆਰ.ਆਈਜ਼ ਦੇ ਅਧਾਰ ’ਤੇ ਹੋਈ ਹੈ। ਇਨ੍ਹਾਂ ਏਜੰਟਾਂ ’ਤੇ ਅਮਰੀਕਾ ਵਿਚ ਪਰਵਾਸ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਧੋਖਾ ਦੇਣ ਦਾ ਆਰੋਪ ਹੈ।

 

ਮੋਗਾ ’ਚ ਕਿਸਾਨ ਆਗੂ ਦੇ ਘਰ ਵੀ ਈਡੀ ਦਾ ਛਾਪਾ

ਕਿਸਾਨ ਆਗੂ ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਲਾਇਆ ਆਰੋਪ

ਮੋਗਾ/ਬਿਊਰੋ ਨਿਊਜ਼   

ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਅਤੇ ਕੌਮੀ ਇਨਸਾਫ ਮੋਰਚਾ ਚੰਡੀਗੜ੍ਹ ਦੇ ਆਗੂ ਸੁੱਖ ਗਿੱਲ ਮੋਗਾ ਦੇ ਘਰ ਵੀ ਅੱਜ ਸਵੇਰੇ ਈਡੀ ਨੇ ਛਾਪਾ ਮਾਰਿਆ ਹੈ। ਮਿਲੀ ਜਾਣਕਾਰੀ ਮੁਤਾਬਕ ਤਿੰਨ ਇਨੋਵਾ ਗੱਡੀਆਂ ਉੱਤੇ ਸਵਾਰ ਈਡੀ ਅਧਿਕਾਰੀ ਸਵੇਰੇ 7 ਵਜੇ ਦੇ ਕਰੀਬ ਕਿਸਾਨ ਆਗੂ ਸੁੱਖ ਗਿੱਲ ਮੋਗਾ ਦੇ ਪਿੰਡ ਤੋਤਾ ਸਿੰਘ ਵਾਲਾ ਪੁੱਜੇ ਅਤੇ ਘਰ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ ਗਈ। ਈਡੀ ਵਲੋਂ ਕਿਸੇ ਨੂੰ ਵੀ ਕਿਸਾਨ ਦੇ ਘਰ ਦੇ ਨੇੜੇ ਨਹੀਂ ਜਾਣ ਦਿੱਤਾ ਗਿਆ। ਪੁਲਿਸ ਅਧਿਕਾਰੀ ਨੇ ਛਾਪਿਆਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਈਡੀ ਦੀ ਉਕਤ ਟੀਮ ਦਿੱਲੀ ਤੋਂ ਆਈ ਸੀ। ਉਨ੍ਹਾਂ ਕੋਈ ਹੋਰ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ। ਇਸਦੇ ਚੱਲਦਿਆਂ ਕਿਸਾਨ ਆਗੂ ਨੇ ਕੇਂਦਰ ਸਰਕਾਰ ਉਪਰ ਈਡੀ ਰਾਹੀਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਆਰੋਪ ਲਗਾਇਆ ਹੈ। ਕਿਸਾਨ ਆਗੂ ਸੁੱਖ ਗਿੱਲ ਨੇ ਕਿਹਾ ਕਿ ਉਹ ਮੱਧਵਰਗੀ ਕਿਸਾਨ ਪਰਿਵਾਰ ਨਾਲ ਸਬੰਧਤ ਹਨ ਅਤੇ ਈਡੀ ਨੂੰ ਉਨ੍ਹਾਂ ਦੇ ਘਰੋਂ ਕੁਝ ਵੀ ਮਿਲਣ ਵਾਲਾ ਨਹੀਂ ਹੈ।

ਕਿਹਾ : ਹੁਣ ਕਾਂਗਰਸ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ

ਅਹਿਮਦਾਬਾਦ/ਬਿਊਰੋ ਨਿਊਜ਼   

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਅਹਿਮਦਾਬਾਦ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਬਿਹਾਰ ਵਿਚ ਆਪਣੇ ਦਮ ’ਤੇ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ‘ਇੰਡੀਆ’ ਗਠਜੋੜ ਸਿਰਫ ਲੋਕ ਸਭਾ ਚੋਣਾਂ ਦੇ ਲਈ ਸੀ ਅਤੇ ਹੁਣ ਸਾਡਾ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਹੈ। ਕੇਜਰੀਵਾਲ ਦੇ ਇਸ ਐਲਾਨ ਤੋਂ ਬਾਅਦ ਬਿਹਾਰ ਦੀ ਰਾਜਨੀਤੀ ਵਿਚ ਨਵੀਂ ਹਲਚਲ ਸ਼ੁਰੂ ਹੋ ਗਈ ਹੈ।  ਜ਼ਿਕਰਯੋਗ ਹੈ ਕਿ ਕੇਜਰੀਵਾਲ ਦੋ ਦਿਨਾਂ ਦੇ ਦੌਰੇ ’ਤੇ ਅਹਿਮਦਾਬਾਦ ਪਹੁੰਚੇ ਹਨ ਅਤੇ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਸਾਵਦਰ ਜ਼ਿਮਨੀ ਚੋਣ ਵਿਚ ਅਸੀਂ ਕਾਂਗਰਸ ਤੋਂ ਵੱਖ ਹੋ ਕੇ ਚੋਣ ਲੜੀ ਸੀ ਅਤੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਇਹ ਜਨਤਾ ਦਾ ਸਿੱਧਾ ਸੰਦੇਸ਼ ਹੈ ਕਿ ਹੁਣ ਆਮ ਆਦਮੀ ਪਾਰਟੀ ਹੀ ਇਕ ਬਦਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ 2027 ’ਚ ਦੁਬਾਰਾ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। 

 

 

ਹੁਣ ਬਿਹਾਰ ਦੀਆਂ ਮਹਿਲਾਵਾਂ ਨੂੰ ਮਿਲੇਗਾ 35 ਪ੍ਰਤੀਸ਼ਤ ਰਾਖਵਾਂਕਰਨ

ਨਵੀਂ ਦਿੱਲੀ/ਬਿਊਰੋ ਨਿਊਜ਼ 

ਬਿਹਾਰ ਦੀ ਸਰਕਾਰ ਨੇ ਮਹਿਲਾਵਾਂ ਦੇ ਲਈ ਡੋਮੀਸਾਈਲ ਪਾਲਿਸੀ ਲਾਗੂ ਕਰ ਦਿੱਤੀ ਹੈ। ਹੁਣ ਸਰਕਾਰੀ ਨੌਕਰੀਆਂ ਵਿਚ ਮਹਿਲਾਵਾਂ ਨੂੰ ਇਸਦਾ ਲਾਭ ਮਿਲੇਗਾ। ਇਸਦੇ ਚੱਲਦਿਆਂ ਬਿਹਾਰ ਦੀਆਂ ਮਹਿਲਾਵਾਂ ਨੂੰ ਜਨਰਲ ਕੈਟੇਗਰੀ ਵਿਚ ਜੋੜਿਆ ਜਾਵੇਗਾ।  ਇਸ ਤੋਂ ਪਹਿਲਾਂ ਬਿਹਾਰ ’ਚ ਦੂਜੇ ਸੂਬਿਆਂ ਦੀਆਂ ਮਹਿਲਾਵਾਂ ਨੂੰ ਵੀ 35 ਪ੍ਰਤੀਸ਼ਤ ਰਾਖਵਾਂਕਰਨ ਮਿਲਦਾ ਸੀ ਅਤੇ ਹੁਣ ਸਿਰਫ ਬਿਹਾਰ ਦੀਆਂ ਮਹਿਲਾਵਾਂ ਨੂੰ ਹੀ ਲਾਭ ਮਿਲੇਗਾ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਹੈ। ਧਿਆਨ ਰਹੇ ਕਿ ਹਰਿਆਣਾ, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਸਣੇ ਕਈ ਸੂਬਿਆਂ ਵਿਚ ਪਹਿਲਾਂ ਹੀ ਡੋਮੀਸਾਈਲ ਪਾਲਿਸੀ ਲਾਗੂ ਹੈ। ਇਸ ਪਾਲਿਸੀ ਤਹਿਤ ਨੌਕਰੀਆਂ ਵਿਚ ਸਥਾਨਕ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਂਦੀ ਹੈ। 

 

18 ਤੋਂ 45 ਸਾਲ ਦੇ ਵਿਅਕਤੀਆਂ ਦੀ ਅਚਾਨਕ ਮੌਤ ’ਤੇ ਹੋਈ ਸਟੱਡੀ

ਨਵੀਂ ਦਿੱਲੀ/ਬਿਊਰੋ ਨਿਊਜ਼ 

ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ ਅਤੇ ਨੈਸ਼ਨਲ ਸੈਂਟਰ ਫਾਰ ਡਿਸੀਜ਼ ਕੰਟਰੋਲ ਨੇ ਆਪਣੀ ਸਟੱਡੀ ਵਿਚ ਦੱਸਿਆ ਹੈ ਕਿ ਦੇਸ਼ ਵਿਚ ਹਾਰਟ ਅਟੈਕ ਨਾਲ ਹੋਣ ਵਾਲੀਆਂ ਅਚਾਨਕ ਮੌਤਾਂ ਦਾ ਕੋਵਿਡ ਵੈਕਸੀਨ ਨਾਲ ਕੋਈ ਸਬੰਧ ਨਹੀਂ ਹੈ। ਇਹ ਸਟੱਡੀ 18 ਤੋਂ 45 ਸਾਲ ਦੇ ਵਿਅਕਤੀਆਂ ਦੀ ਅਚਾਨਕ ਮੌਤ ’ਤੇ ਅਧਾਰਿਤ ਹੈ। ਭਾਰਤੀ ਸਿਹਤ ਮੰਤਰਾਲੇ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਸਟੱਡੀ ’ਚ ਪੁਸ਼ਟੀ ਕੀਤੀ ਗਈ ਹੈ ਕਿ ਭਾਰਤ ਦੀ ਕੋਵਿਡ ਵੈਕਸੀਨ ਸੁਰੱਖਿਅਤ ਅਤੇ ਇਫੈਕਟਿਵ ਹੈ। ਇਸ ਨਾਲ ਹੋਣ ਵਾਲੇ ਸਾਈਡ ਇਫੈਕਟ ਦੇ ਮਾਮਲੇ ਮਾਮੂਲੀ ਹਨ। ਦਰਅਸਲ, ਕਰਨਾਟਕ ਦੇ ਹਸਨ ਜ਼ਿਲ੍ਹੇ ਵਿਚ ਦਿਲ ਦੇ ਦੌਰੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਆਪਣੇ ਇਕ ਬਿਆਨ ਵਿਚ ਦਿਲ ਦੇ ਦੌਰੇ ਲਈ ਕਰੋਨਾ ਟੀਕੇ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਪਰ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਹੈ। 

 

ਟਰੇਡ ਯੂਨੀਅਨਾਂ ਦਾ ਐਲਾਨ- ਬੈਂਕ ਅਤੇ ਡਾਕਘਰਾਂ ’ਚ ਵੀ ਕੰਮ ਬੰਦ ਰਹੇਗਾ

ਨਵੀਂ ਦਿੱਲੀ/ਬਿਊਰੋ ਨਿਊਜ਼ 

ਬੈਂਕ, ਬੀਮਾ, ਡਾਕ, ਹਾਈਵੇ ਅਤੇ ਕਈ ਸੂਬਿਆਂ ਵਿਚ ਸਰਕਾਰੀ ਆਵਾਜਾਈ ਵਰਗੀਆਂ ਅਹਿਮ ਸੇਵਾਵਾਂ ਭਲਕੇ ਯਾਨੀ 9 ਜੁਲਾਈ ਨੂੰ ਪ੍ਰਭਾਵਿਤ ਹੋ ਸਕਦੀਆਂ ਹਨ। ਅਜਿਹਾ ਇਸ ਲਈ ਹੈ ਕਿਉਂਕਿ 25 ਕਰੋੜ ਤੋਂ ਜ਼ਿਆਦਾ ਕਰਮਚਾਰੀ ਦੇਸ਼ ਵਿਆਪੀ ਹੜਤਾਲ ਯਾਨੀ ਭਾਰਤ ਬੰਦ ’ਤੇ ਜਾਣ ਵਾਲੇ ਹਨ।  10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀ ਸੰਗਠਨ ਵੀ ਹੜਤਾਲ ’ਤੇ ਜਾ ਰਹੇ ਹਨ। ਇਸ ਬੰਦ ਦਾ ਮਕਸਦ ਕੇਂਦਰ ਸਰਕਾਰ ਦੀਆਂ ਉਨ੍ਹਾਂ ਨੀਤੀਆਂ ਦਾ ਵਿਰੋਧ ਕਰਨਾ ਹੈ, ਜਿਨ੍ਹਾਂ ਨੂੰ ਯੂਨੀਅਨਾਂ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਕਾਰਪੋਰੇਟ ਸਮਰਥਕ ਮੰਨਦੀਆਂ ਹਨ। ਟਰੇਡ ਯੂਨੀਅਨਾਂ ਦਾ ਆਰੋਪ ਹੈ ਕਿ ਸਰਕਾਰ ਕਾਰਪੋਰੇਟਾਂ ਨੂੰ ਫਾਇਦਾ ਪਹੁੰਚਾਉਣ ਲਈ ਪਬਲਿਕ ਸੈਕਟਰ ਦੀਆਂ ਕੰਪਨੀਆਂ ਦਾ ਨਿੱਜੀਕਰਨ ਕਰ ਰਹੀ ਹੈ ਅਤੇ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ। 

 

ਉਤਰਾਖੰਡ ’ਚ ਪਹਾੜ ਟੁੱਟਿਆ ਅਤੇ ਹਿਮਾਚਲ ਦੇ ਮੰਡੀ ’ਚ ਬੱਦਲ ਫਟਿਆ

ਚੰਡੀਗੜ੍ਹ/ਬਿਊਰੋ ਨਿਊਜ਼  

ਪਹਾੜੀ ਸੂਬਿਆਂ ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿਚ ਪਿਛਲੇ 3 ਦਿਨਾਂ ਤੋਂ ਤੇਜ਼ ਮੀਂਹ ਪਿਆ ਹੈ। ਹਿਮਾਚਲ ਦੇ ਮੰਡੀ ਵਿਚ ਚਾਰ ਸਥਾਨਾਂ ’ਤੇ ਬੱਦਲ ਫਟਣ ਦੀਆਂ ਖਬਰਾਂ ਹਨ। ਇਸੇ ਦੌਰਾਨ ਕੁਕਲਾਹ ’ਚ ਇਕ ਪੁਲ ਰੁੜ ਗਿਆ ਅਤੇ ਇਸ ਨਾਲ ਕਈ ਗੱਡੀਆਂ ਵੀ ਪਾਣੀ ਵਿਚ ਰੁੜ ਜਾਣ ਦੀ ਖਬਰ ਹੈ। ਹਿਮਾਚਲ ’ਚ ਇਸ ਤੇਜ਼ ਮੀਂਹ ਕਾਰਨ 4 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ 10 ਤੋਂ ਜ਼ਿਆਦਾ ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। ਇਸ ਦੌਰਾਨ ਬਿਆਸ ਦਰਿਆ ਵਿਚ ਵੀ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੇੜੇ ਪਹੁੰਚ ਗਿਆ ਹੈ। ਪ੍ਰਸ਼ਾਸਨ ਨੇ ਸਥਾਨਕ ਲੋਕਾਂ ਤੇ ਸੈਲਾਨੀਆਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਉਨ੍ਹਾਂ ਨੂੰ ਨਦੀ ਨਾਲਿਆਂ ਦੇ ਕੰਢਿਆਂ ’ਤੇ ਨਾ ਜਾਣ ਦੀ ਅਪੀਲ ਕੀਤੀ ਹੈ। ਮਨਾਲੀ ਹਾਈਵੇਅ ’ਤੇ ਜ਼ਮੀਨ ਖਿਸਕਣ ਤੇ ਢਿੱਗਾਂ ਡਿੱਗਣ ਕਰਕੇ ਮੰਡੀ ਤੇ ਕੁੱਲੂ ਵਿਚਾਲੇ ਕਈ ਥਾਵਾਂ ’ਤੇ ਸੜਕਾਂ ਬੰਦ ਹੋ ਗਈਆਂ ਹਨ। ਬਹੁਤ ਸਾਰੇ ਯਾਤਰੀ ਰਾਤ ਭਰ ਸੜਕੀ ਸੁਰੰਗਾਂ ਅੰਦਰ ਫਸੇ ਰਹੇ। ਇਸੇ ਦੌਰਾਨ ਉਤਰਾਖੰਡ ਵਿਚ ਕਈ ਥਾਵਾਂ ’ਤੇ ਪਹਾੜ ਖਿਸਕ ਗਏ ਹਨ ਅਤੇ ਪਹਾੜਾਂ ਦਾ ਮਲਬਾ ਸੜਕਾਂ ’ਤੇ ਆ ਗਿਆ ਹੈ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.