Monday, 15 June 2026

ਨਵੀਆਂ ਉਡਾਣਾਂ ਲਈ ਬੁਕਿੰਗ ਵੀ ਹੋਈ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਪੁਣੇ ਅਤੇ ਬੰਗਲੁਰੂ ਲਈ ਹਵਾਈ ਸੰਪਰਕ ਹੋਰ ਵਧਣ ਜਾ ਰਿਹਾ ਹੈ, ਕਿਉਂਕਿ ਆਉਂਦੀ 1 ਜੂਨ ਤੋਂ ਗਰਮੀਆਂ ਦੇ ਸ਼ਡਿਊਲ ਵਿਚ ਦੋ ਹੋਰ ਸਿੱਧੀਆਂ ਉਡਾਣਾਂ ਸ਼ਾਮਲ ਕੀਤੀਆਂ ਜਾਣਗੀਆਂ। ਏਅਰ ਇੰਡੀਆ ਐਕਸਪ੍ਰੈਸ ਚੰਡੀਗੜ੍ਹ ਅਤੇ ਪੁਣੇ ਵਿਚਕਾਰ ਰੋਜ਼ਾਨਾ ਇਕ ਉਡਾਣ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਫਲਾਈਟ ਰੋਜ਼ਾਨਾ ਰਾਤ ਨੂੰ 12 ਵੱਜ ਕੇ 45 ਮਿੰਟ ’ਤੇ ਚੰਡੀਗੜ੍ਹ ਏਅਰਪੋਰਟ ਤੋਂ ਰਵਾਨਾ ਹੋਵੇਗੀ ਅਤੇ ਤੜਕੇ 3 ਵੱਜ ਕੇ 10 ਮਿੰਟ ’ਤੇ ਪੁਣੇ ਪਹੁੰਚੇਗੀ। ਵਾਪਸੀ ਵਿਚ ਇਹ ਉਡਾਣ ਪੁਣੇ ਤੋਂ ਤੜਕੇ 3 ਵੱਜ ਕੇ 45 ਮਿੰਟ ’ਤੇ ਰਵਾਨਾ ਹੋ ਕੇ ਸਵੇਰੇ 6 ਵੱਜ ਕੇ 5 ਮਿੰਟ ’ਤੇ ਚੰਡੀਗੜ੍ਹ ਪਹੁੰਚੇਗੀ।
ਇਸੇ ਤਰ੍ਹਾਂ ਚੰਡੀਗੜ੍ਹ ਅਤੇ ਬੰਗਲੁਰੂ ਵਿਚਕਾਰ ਵੀ ਹਵਾਈ ਸੰਪਰਕ ਨੂੰ ਹੋਰ ਮਜ਼ਬੂਤ ਕਰਦੇ ਹੋਏ ਇਕ ਨਵੀਂ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਇਹ ਫਲਾਈਟ ਸਵੇਰੇ 6 ਵੱਜ ਕੇ 40 ਮਿੰਟ ’ਤੇ ਚੰਡੀਗੜ੍ਹ ਏਅਰਪੋਰਟ ਤੋਂ ਰਵਾਨਾ ਹੋਵੇਗੀ ਅਤੇ ਸਵੇਰੇ 9 ਵੱਜ ਕੇ 55 ਮਿੰਟ ’ਤੇ ਬੰਗਲੁਰੂ ਦੇ ਏਅਰਪੋਰਟ ਦੇ ਟਰਮੀਨਲ 2 ’ਤੇ ਪਹੁੰਚੇਗੀ। ਵਾਪਸੀ ਵਿਚ ਇਹ ਉਡਾਣ ਰਾਤ 9 ਵੱਜ ਕੇ 15 ਮਿੰਟ ’ਤੇ ਬੰਗਲੁਰੂ ਤੋਂ ਰਵਾਨਾ ਹੋ ਕੇ ਰਾਤ 12 ਵੱਜ ਕੇ 15 ਮਿੰਟ ’ਤੇ ਚੰਡੀਗੜ੍ਹ ਪਹੁੰਚੇਗੀ। ਅਧਿਕਾਰੀਆਂ ਦਾ ਕਹਿਣਾ ਸੀ ਕਿ ਇਨ੍ਹਾਂ ਨਵੀਆਂ ਉਡਾਣਾਂ ਲਈ ਬੁਕਿੰਗ ਵੀ ਸ਼ੁਰੂ ਹੋ ਚੁੱਕੀ ਹੈ।

ਪੰਜਾਬ ਵਿੱਚ ਅੱਠ ਨਗਰ ਨਿਗਮ, 75 ਨਗਰ ਕੌਂਸਲ ਅਤੇ 20 ਨਗਰ ਪੰਚਾਇਤਾਂ ਦੇ 1896 ਵਾਰਡਾਂ ਦੀ ਚੋਣ ਲਈ ਵੋਟਾਂ ਪੈਣੀਆਂ ਜਾਰੀ ਹਨ। ਮੌਸਮ ਗਰਮ ਹੋਣ ਕਰਕੇ ਵੱਡੀ ਗਿਣਤੀ ਲੋਕ ਸਵੇਰੇ ਹੀ ਆਪਣੀ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ਉੱਤੇ ਪਹੁੰਚ ਗਏ ਹਨ। ਉਧਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀ) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਨਗਰ ਕੌਂਸਲ ਚੋਣਾਂ ਦੌਰਾਨ ਮਹਿੰਗਾਈ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਖਿਲਾਫ਼ ਅਨੋਖੇ ਢੰਗ ਨਾਲ ਆਪਣਾ ਰੋਸ ਪ੍ਰਗਟ ਕੀਤਾ। ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਲ ਬੈਲ ਗੱਡੀ 'ਤੇ ਸਵਾਰ ਹੋ ਕੇ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪਹੁੰਚੇ। ਇਹ ਅਨੋਖਾ ਨਜ਼ਾਰਾ ਦੇਖਣ ਲਈ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ।

ਇਨ੍ਹਾਂ ਵੋਟਾਂ ਦੇ ਨਤੀਜੇ 29 ਮਈ ਦਿਨ ਸ਼ੁੱਕਰਵਾਰ ਨੂੰ ਆਉਣਗੇ
ਚੰਡੀਗੜ੍ਹ/ਬਿਊਰੋ ਨਿਊਜ਼    
ਪੰਜਾਬ ਵਿਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਦੇ 1896 ਵਾਰਡਾਂ ਦੀ ਚੋਣ ਲਈ ਅੱਜ ਵੋਟਾਂ ਪੈ ਗਈਆਂ ਹਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 29 ਮਈ ਦਿਨ ਸ਼ੁੱਕਰਵਾਰ ਨੂੰ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਲਈ 7555 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ ਸੂਬੇ ਭਰ ਵਿਚ 1014 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ, ਫਿਰ ਵੀ ਕਈ ਥਾਈਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰਾਂ ਵਿਚ ਝੜਪਾਂ ਹੋਣ ਦੀਆਂ ਖਬਰਾਂ ਵੀ ਮਿਲੀਆਂ ਹਨ। ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ’ਤੇ ਵਿਰੋਧੀ ਪਾਰਟੀਆਂ ਨੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕੁਝ ਥਾਵਾਂ ’ਤੇ ਫਾਈਰਿੰਗ ਅਤੇ ਪਥਰਾਅ ਹੋਣ ਦੀਆਂ ਵੀ ਖਬਰਾਂ ਹਨ। ਇਸਦੇ ਚੱਲਦਿਆਂ ਭਾਜਪਾ ਆਗੂ ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਫੋਰਸ ਵਲੋਂ ਸੜਕ ਉਪਰ ਰੋਕਾਂ ਲਗਾ ਕੇ ਧੂਰੀ ਜਾਣ ਤੋਂ ਰੋਕੇ ਜਾਣ ਦੀ ਵੀ ਖਬਰ ਹੈ। ਇਸ ਦੌਰਾਨ ਬਿੱਟੂ ਅਤੇ ਪੁਲਿਸ ਅਧਿਕਾਰੀਆਂ ਵਿਚਕਾਰ ਕਾਫੀ ਤਕਰਾਰ ਵੀ ਹੋਈ ਹੈ।  

ਚੰਡੀਗੜ੍ਹ : ਪੰਜਾਬ ਸਰਕਾਰ ਨੇ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਨਗਰ ਨਿਗਮ ਦੀਆਂ ਆਮ ਚੋਣਾਂ 2026 ਵਿੱਚ ਆਪਣੀ ਵੋਟ ਪਾਉਣ ਲਈ ਛੋਟ ਦਾ ਐਲਾਨ ਕੀਤਾ ਹੈ। ਇਹ ਛੋਟ ਉਨ੍ਹਾਂ ਸਬੰਧਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਵੋਟਰਾਂ 'ਤੇ ਲਾਗੂ ਹੁੰਦੀ ਹੈ ਜਿੱਥੇ 26 ਮਈ, 2026 ਨੂੰ ਵੋਟਿੰਗ ਹੈ। ਕਿਰਤ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਨੱਥੀ ਹੈ।

ਚੰਡੀਗੜ੍ਹ 26 ਮਈ 2026: ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ।

ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ।

ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।

ਚੋਣ ਸ਼ਡਿਊਲ ਦੇ ਐਲਾਨ ਨਾਲ, ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ, ਜਿੱਥੇ ਚੋਣਾਂ ਹੋਣੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਚੰਡੀਗੜ੍ਹ 25 ਮਈ 2026: ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਮਿਤੀ 21.05.2026 ਨੂੰ ਜਾਰੀ ਨੋਟੀਫਿਕੇਸ਼ਨ ਨੰਬਰ 03/01/Elections(S-2)/MEB/2026/78 ਦੇ ਅਨੁਸਾਰ, ਰਾਜ ਚੋਣ ਕਮਿਸ਼ਨ ਨੇ ਐਮਸੀ ਦੀਨਾਨਗਰ, ਐਮਸੀ ਗੁਰਦਾਸਪੁਰ, ਐਮਸੀ ਕਾਦੀਆਂ ਅਤੇ ਐਮਸੀ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕੀਤਾ ਹੈ।

ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 28.5.2026 (ਵੀਰਵਾਰ) (ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 01.06.2026 (ਸੋਮਵਾਰ) ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀਆਂ ਦੀ ਜਾਂਚ 02.06.2026 (ਮੰਗਲਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 10.06.2026 ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਕਰਵਾਈਆਂ ਜਾਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਹੋਵੇਗੀ।

ਕਮਿਸ਼ਨ ਵੱਲੋਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।

ਚੋਣ ਸ਼ਡਿਊਲ ਦੇ ਐਲਾਨ ਦੇ ਨਾਲ, ਉਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਕਾਂਗਰਸ ਪਾਰਟੀ ਨੂੰ ਦੱਸਿਆ ਮੁੱਖ ਵਿਰੋਧੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਸਿਆਸਤ ਵੀ ਗਰਮਾ ਗਈ ਹੈ। ਸੀਐਮ ਮਾਨ ਨੇ ਦਾਅਵਾ ਕੀਤਾ ਹੈ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪਠਾਨਕੋਟ ਜ਼ਿਲ੍ਹੇ ਵਿਚ ਸਿਰਫ 1 ਜਾਂ 2 ਸੀਟਾਂ ਜਿੱਤੇਗੀ, ਕਾਂਗਰਸ ਪਾਰਟੀ ਨੂੰ ਵੱਧ ਤੋਂ ਵੱਧ 9 ਸੀਟਾਂ ਮਿਲਣਗੀਆਂ ਅਤੇ ਸ਼ੋ੍ਰਮਣੀ ਅਕਾਲੀ ਦਲ ਦਾ ਖਾਤਾ ਵੀ ਨਹੀਂ ਖੁੱਲ੍ਹੇਗਾ। ਮੁੱਖ ਮੰਤਰੀ ਨੇ ਇਕ ਨਿੱਜੀ ਮੀਡੀਆ ਹਾਊਸ ਦੇ ਇੰਟਰਵਿਊ ਦੌਰਾਨ ਇਹ ਗੱਲ ਲਿਖਤੀ ਰੂਪ ਵਿਚ ਕਹੀ ਹੈ। ਇਹ ਬਿਆਨ ਕਿਸੇ ਵਿਗਿਆਨਕ ਅੰਕੜਿਆਂ ’ਤੇ ਅਧਾਰਿਤ ਨਹੀਂ ਹੈ, ਬਲਕਿ ਸਿਆਸੀ ਪਾਰਟੀਆਂ ਵਲੋਂ ਇਸ ਨੂੰ ਨਗਰ ਨਿਗਮ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਅਗਲੇ ਸਾਲ ਯਾਨੀ 2027 ਦੇ ਸ਼ੁਰੂਆਤੀ ਮਹੀਨਿਆਂ ਦੌਰਾਨ ਵਿਧਾਨ ਸਭਾ ਦੀਆਂ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਕਿਆਸ ਅਰਾਈਆਂ ਹੁਣੇ ਤੋਂ ਹੀ ਸ਼ੁਰੂ ਹੋ ਗਈਆਂ ਹਨ। ਅੱਜ ਦੀਆਂ ਨਗਰ ਨਿਗਮ ਚੋਣਾਂ ਨੂੰ ਵੀ 2027 ਦੇ ਸੈਮੀਫਾਈਨਲ ਵਜੋਂ ਦੇਖਿਆ ਜਾ ਰਿਹਾ ਹੈ।

ਸੀ.ਈ.ਓ. ਵੱਲੋਂ ਪੰਜਾਬ ਰਾਜ ਦੇ ਵੋਟਰਾਂ ਨੂੰ ਬੀ.ਐਲ.ਓਜ਼. ਨਾਲ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ

ਚੰਡੀਗੜ੍ਹ: 25 ਮਈ: 
ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਪੰਜਾਬ ਰਾਜ ਵਿੱਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫਲਤਾ ਪੂਰਵਕ ਨੇਪਰੇ ਚੜ੍ਹ ਚੁੱਕੀ ਹੈ। ਪ੍ਰੀ ਮੈਪਿੰਗ ਦੌਰਾਨ ਪੰਜਾਬ ਰਾਜ ਵਿੱਚ ਸਾਲ 2003 ਵਿੱਚ ਹੋਈ ਐਸ.ਆਈ.ਆਰ. ਨੂੰ ਆਧਾਰ ਬਣਾ ਕੇ ਮੌਜੂਦਾ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰਾਂ ਦੀ ਪ੍ਰੀ ਮੈਪਿੰਗ ਨਹੀਂ ਹੁੰਦੀ ਤਾਂ ਉਸ ਵੋਟਰ ਨੂੰ ਬੀ.ਐਲ.ਓ. ਵਲੋਂ ਦਿੱਤੇ ਗਏ ਗਣਨਾ ਫ਼ਾਰਮ ਨੂੰ ਭਰ ਕੇ ਮੁੜ ਬੀ.ਐਲ. ਓ. ਕੋਲ ਜਮ੍ਹਾਂ ਕਰਵਾਉਣਾ ਹੋਵੇਗਾ ਜਿਸ ਉਪਰੰਤ ਸਬੰਧਤ ਵੋਟਰ ਦਾ ਨਾਮ ਡ੍ਰਾਫਟ ਰੋਲ ਵਿਚ ਜੋੜ ਦਿੱਤਾ ਜਾਵੇਗਾ।

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਰਾਜ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਬੀ.ਐਲ.ਓ. ਨਾਲ ਵੱਧ ਤੋਂ ਵੱਧ ਸਹਿਯੋਗ ਕਰਨ।

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਵਾਇਰਲ ਵੀਡੀਓ ਦਾ ਸੂ-ਮੋਟੋ ਨੋਟਿਸ ਲਿਆ ਹੈ। ਜਸਵੀਰ ਸਿੰਘ ਗੜ੍ਹੀ ਨੇ ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਰਾਜਾ ਵੜਿੰਗ ਵਲੋਂ ਨਗਰ ਨਿਗਮ ਚੋਣਾਂ ਦੀਆਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਗਲਤ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ। ਇਸ ਗੰਭੀਰ ਮਾਮਲੇ ਦਾ ਸਖਤ ਨੋਟਿਸ ਲੈਂਦਿਆਂ ਐਸ.ਸੀ. ਕਮਿਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਿਸ ਕਪਤਾਨ ਤੋਂ 29 ਮਈ  ਤੱਕ ਐਸ.ਪੀ. ਰਾਹੀਂ ਪੂਰੀ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਨੇ ਨਾ ਸਿਰਫ ਇਸ ਮਾਮਲੇ ’ਤੇ ਜਵਾਬ ਮੰਗਿਆ ਹੈ, ਬਲਕਿ ਨਾਲ ਹੀ ਪੁਲਿਸ ਪ੍ਰਸ਼ਾਸ਼ਨ ਨੂੰ ਇਹ ਵਿਸ਼ੇਸ਼ ਹਦਾਇਤ ਵੀ ਕੀਤੀ ਹੈ ਕਿ ਰਾਜਾ ਵੜਿੰਗ ਦੀ ਆਵਾਜ਼ ਦੇ ਸੈਂਪਲ ਲਏ ਜਾਣ ਅਤੇ ਇਸ ਵਾਇਰਲ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾ ਕੇ ਅਸਲ ਤੱਥਾਂ ਸਮੇਤ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।

ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਗਲੋਬਲ ਸਕੂਲ ਨੇ ਬਾਲਵਾਟਿਕਾ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕੁਈਨਜ਼ਲੈਂਡ ਵਾਟਰ ਪਾਰਕ ਦੇ ਇੱਕ ਵਿਦਿਅਕ ਅਤੇ ਮਨੋਰੰਜਕ ਦੌਰੇ ਦਾ ਆਯੋਜਨ ਕੀਤਾ। ਇਸ ਦੌਰੇ ਦੌਰਾਨ ਵਿਦਿਆਰਥੀਆਂ ਦੀ ਉਤਸ਼ਾਹੀ ਭਾਗੀਦਾਰੀ ਦੇਖਣ ਨੂੰ ਮਿਲੀ, ਜਿਨ੍ਹਾਂ ਨੇ ਇਸ ਦਿਲਚਸਪ ਅਤੇ ਤਾਜ਼ਗੀ ਭਰੀ ਸੈਰ ਦਾ ਪੂਰਾ ਆਨੰਦ ਮਾਣਿਆ।
ਇਸ ਯਾਤਰਾ ਨੇ ਗਰਮੀ ਤੋਂ ਛੁਟਕਾਰਾ ਪ੍ਰਦਾਨ ਕੀਤਾ ਕਿਉਂਕਿ ਵਿਦਿਆਰਥੀਆਂ ਨੇ ਰੋਮਾਂਚਕ ਪਾਣੀ ਦੀਆਂ ਸਵਾਰੀਆਂ ਅਤੇ ਵੱਖ-ਵੱਖ ਮਨੋਰੰਜਨ ਪਾਰਕ ਆਕਰਸ਼ਣਾਂ ਦਾ ਅਨੁਭਵ ਕੀਤਾ। ਉਨ੍ਹਾਂ ਨੇ ਜੀਵੰਤ ਡਾਂਸ ਪ੍ਰਦਰਸ਼ਨਾਂ ਅਤੇ ਦਿਲਚਸਪ ਸਮੂਹ ਗਤੀਵਿਧੀਆਂ ਵਿੱਚ ਵੀ ਹਿੱਸਾ ਲਿਆ ਜੋ ਸਾਥੀਆਂ ਵਿੱਚ ਟੀਮ ਵਰਕ, ਆਤਮਵਿਸ਼ਵਾਸ ਅਤੇ ਦੋਸਤੀ ਨੂੰ ਉਤਸ਼ਾਹਿਤ ਕਰਦੇ ਹਨ। ਦਿਨ ਦਾ ਸਮਾਪਨ ਪਾਰਕ ਦੇ ਰੈਸਟੋਰੈਂਟ ਵਿੱਚ ਇੱਕ ਸੁਆਦੀ ਦੁਪਹਿਰ ਦੇ ਖਾਣੇ ਨਾਲ ਹੋਇਆ।
ਪ੍ਰਿੰਸੀਪਲ ਇੰਦੂ ਸ਼ਰਮਾ ਨੇ ਇਸ ਮਨੋਰੰਜਕ ਦੌਰੇ ਦੇ ਸੁਚਾਰੂ ਅਤੇ ਸੁਰੱਖਿਅਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਡਿਊਟੀ ’ਤੇ ਮੌਜੂਦ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਸਹਿ-ਪਾਠਕ੍ਰਮ ਗਤੀਵਿਧੀਆਂ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ, ਮਾਨਸਿਕ ਅਤੇ ਸਮੁੱਚੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।  

ਮਹਿਲਾਵਾਂ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਕੇ ਘਿਰ ਗਏ ਯੋਗਰਾਜ
ਚੰਡੀਗੜ੍ਹ/ਬਿਊਰੋ ਨਿਊਜ਼
ਫਿਲਮ ਅਦਾਕਾਰ ਯੋਗਰਾਜ ਸਿੰਘ ਨੂੰ ਮਹਿਲਾਵਾਂ ਖਿਲਾਫ ਇਤਰਾਜ਼ਯੋਗ ਟਿੱਪਣੀ ਮਾਮਲੇ ਵਿਚ ਵੱਡਾ ਝਟਕਾ ਲੱਗਾ ਹੈ। ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਯੋਗਰਾਜ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਇਹ ਮਾਮਲਾ ਵੈਬ ਸੀਰੀਜ਼ ਦੀ ਇਕ ਵਾਇਰਲ ਵੀਡੀਓ ਕਲਿੱਪ ਨਾਲ ਜੁੜਿਆ ਹੈ, ਜਿਸ ਵਿਚ ਯੋਗਰਾਜ ਵਲੋਂ ਕਿਰਦਾਰ ਦੁਆਰਾ ਮਹਿਲਾਵਾਂ ਦੇ ਖਿਲਾਫ ਕਥਿਤ ਰੂਪ ’ਚ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ ਸੀ। ਸ਼ਿਕਾਇਤ ਕਰਤਾ ਦਾ ਕਹਿਣਾ ਸੀ ਕਿ ਯੋਗਰਾਜ ਸਿੰਘ ਵਰਗੇ ਪ੍ਰਭਾਵਸ਼ਾਲੀ ਵਿਅਕਤੀ ਵਲੋਂ ਇਸ ਤਰ੍ਹਾਂ ਦੀ ਭਾਸ਼ਾ ਦਾ ਇਸਤੇਮਾਲ ਸਮਾਜ ਵਿਚ ਮਹਿਲਾਵਾਂ ਦੇ ਪ੍ਰਤੀ ਗਲਤ ਸੋਚ ਨੂੰ ਉਤਸ਼ਾਹਿਤ ਕਰਦਾ ਹੈ। ਇਸ ਸਬੰਧ ਵਿਚ ਹੁਣ ਯੋਗਰਾਜ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਹਾਈਕੋਰਟ ਵਿਚ ਪਟੀਸ਼ਨ ਪਾਉਣ ਦੀ ਤਿਆਰੀ ਕਰ ਰਹੇ ਹਨ।    

 

 

ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਸੀਸੀ ਟੀਵੀ ਕੈਮਰਿਆਂ ਰਾਹੀਂ ਵੀ ਹੋਵੇਗੀ ਨਿਗਰਾਨੀ
ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਵਿਚ ਨਗਰ ਨਿਗਮ, ਨਗਰ ਪਰਿਸ਼ਦ ਅਤੇ ਨਗਰ ਪੰਚਾਇਤ ਚੋਣਾਂ ਲਈ ਭਲਕੇ 26 ਮਈ, ਦਿਨ ਮੰਗਲਵਾਰ ਨੂੰ ਵੋਟਾਂ ਪੈਣਗੀਆਂ। ਸੂਬੇ ਦੀਆਂ 8 ਨਗਰ ਨਿਗਮਾਂ, 75 ਨਗਰ ਪਰਿਸ਼ਦਾਂ ਅਤੇ 21 ਨਗਰ ਪੰਚਾਇਤਾਂ ਦੇ ਲਈ ਇਹ ਵੋਟਾਂ ਪੈਣਗੀਆਂ ਹਨ। ਇਨ੍ਹਾਂ ਵੋਟਾਂ ਦੇ ਨਤੀਜੇ 29 ਮਈ ਦਿਨ ਸ਼ੁੱਕਰਵਾਰ ਨੂੰ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਲਈ ਸੂਬੇ ਵਿਚ 3977 ਪੋਲਿੰਗ ਬੂਥ ਬਣਾਏ ਗਏ ਹਨ। ਚੋਣ ਕਮਿਸ਼ਨ ਦੇ ਮੁਤਾਬਕ ਇਨ੍ਹਾਂ ਚੋਣਾਂ ਵਿਚ 36 ਲੱਖ, 72 ਹਜ਼ਾਰ 932 ਵੋਟਰ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਸਕਣਗੇ। ਚੋਣਾਂ ਦੌਰਾਨ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਸੀਸੀ ਟੀਵੀ ਕੈਮਰਿਆਂ ਰਾਹੀਂ ਵੀ ਨਿਗਰਾਨੀ ਹੋਵੇਗੀ।  ਜ਼ਿਕਰਯੋਗ ਹੈ ਕਿ ਇਨ੍ਹਾਂ ਚੋਣਾਂ ਦੇ ਐਲਾਨ ਤੋਂ ਬਾਅਦ 10 ਹਜ਼ਾਰ 809 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਸਨ। ਜਿਸ ਵਿਚੋਂ 2393 ਉਮੀਦਵਾਰਾਂ ਨੇ ਆਪਣਾ ਨਾਮ ਵਾਪਸ ਲੈ ਲਿਆ ਸੀ ਅਤੇ 79 ਉਮੀਦਵਾਰ ਬਿਨਾ ਕਿਸੇ ਵਿਰੋਧ ਦੇ ਚੁਣੇ ਗਏ ਸਨ। ਹੁਣ ਇਨ੍ਹਾਂ ਚੋਣਾਂ ਲਈ 7555 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਹ ਚੋਣਾਂ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਲਈ ਅਹਿਮ ਹਨ ਕਿਉਂਕਿ ਇਨ੍ਹਾਂ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਹੈ।



ਪੰਜਾਬ ’ਚ ਨਿਗਮ ਚੋਣਾਂ ਬੈਲੇਟ ਪੇਪਰ ਨਾਲ ਕਰਾਏ ਜਾਣ ਨੂੰ ਸੁਪਰੀਮ ਕੋਰਟ ਵੱਲੋਂ
ਹਰੀ ਝੰਡੀ  
ਸੁਪਰੀਮ ਕੋਰਟ ਨੇ ਚੁਣੌਤੀ ਵਾਲੀ ਪਟੀਸ਼ਨ ਕੀਤੀ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਪੰਜਾਬ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਬੈਲੇਟ ਪੇਪਰਾਂ ਰਾਹੀਂ ਕਰਾਉਣ ਦੇ ਸੂਬਾ ਚੋਣ ਕਮਿਸ਼ਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਵੱਲੋਂ ਸੁਣਾਏ ਇਸ ਫੈਸਲੇ ਨਾਲ ਨਿਗਮ ਤੇ ਕੌਂਸਲ ਚੋਣਾਂ, ਬੈਲੇਟ ਪੇਪਰਾਂ ਨਾਲ ਕਰਾਉਣ ਲਈ ਰਾਹ ਸਾਫ ਹੋ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਦਿਨੀਂ ਪਟੀਸ਼ਨਾਂ ’ਤੇ ਸੁਣਵਾਈ ਦੌਰਾਨ ਨਿਗਮ ਅਤੇ ਕੌਂਸਲ ਚੋਣਾਂ ਬੈਲੇਟ ਪੇਪਰਾਂ ਨਾਲ ਕਰਾਏ ਜਾਣ ਬਾਰੇ ਫੈਸਲਾ ਕੀਤਾ ਸੀ ਅਤੇ ਇਸ ਪੜਾਅ ’ਤੇ ਚੋਣ ਪ੍ਰਕਿਰਿਆ ’ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਇਹ ਮਾਮਲਾ ਸੁਪਰੀਮ ਕੋਰਟ ’ਚ ਸੁਣਵਾਈ ਅਧੀਨ ਸੀ। ਅੱਜ ਸੋਮਵਾਰ ਨੂੰ ਮਾਨਯੋਗ ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨਕਰਤਾ ਰੁਚਿਤਾ ਗਰਗ ਨੂੰ ਅਦਾਲਤ ਵਿੱਚ ਦੇਰ ਨਾਲ ਪਹੁੰਚਣ ਨੂੰ ਲੈ ਕੇ ਸਵਾਲ ਕੀਤੇ। ਬੈਂਚ ਨੇ ਕਿਹਾ ਕਿ ਇਸ ਪੜਾਅ ’ਤੇ ਚੋਣ ਪ੍ਰਕਿਰਿਆ ਨੂੰ ਅਸਥਿਰ ਨਹੀਂ ਕੀਤਾ ਜਾ ਸਕਦਾ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.