Monday, 15 June 2026

ਭੁੱਲਰ ਦੀ ਦਲੀਲ : ਜਲਦਬਾਜ਼ੀ ਨਾਲ ਪ੍ਰਭਾਵਿਤ ਹੋ ਸਕਦਾ ਹੈ ਟਰਾਇਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਸਾਥੀ ਕ੍ਰਿਸ਼ਨੂ ਸ਼ਾਰਦਾ ਨੇ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿਚ ਇਕ ਅਰਜ਼ੀ ਦਾ ਵਿਰੋਧ ਕੀਤਾ ਹੈ। ਧਿਆਨ ਰਹੇ ਕਿ ਸੀਬੀਆਈ ਨੇ ਮੰਗ ਕੀਤੀ ਸੀ ਕਿ ਇਸ ਭਿ੍ਰਸ਼ਟਾਚਾਰ ਦੇ ਕੇਸ ਦੀ ਸੁਣਵਾਈ ਰੋਜ਼ਾਨਾ ਕੀਤੀ ਜਾਵੇ। ਮੁਅੱਤਲ ਅਧਿਕਾਰੀ ਦੇ ਵਕੀਲ ਐਸ.ਪੀ.ਐਸ. ਭੁੱਲਰ ਰਾਹੀਂ ਦਾਇਰ ਜਵਾਬ ਵਿਚ ਕਿਹਾ ਗਿਆ ਕਿ ਸੀਬੀਆਈ ਦੀ ਇਹ ਮੰਗ ਕਾਨੂੰਨੀ ਤੌਰ ’ਤੇ ਗਲਤ ਹੈ। ਮੁਅੱਤਲ ਡੀਆਈਜੀ ਭੁੱਲਰ ਵਲੋਂ ਅਦਾਲਤ ਵਿਚ ਕਈ ਅਹਿਮ ਨੁਕਤੇ ਚੁੱਕੇ ਗਏ ਹਨ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਖਿਲਾਫ ਇਹ ਮਾਮਲਾ 16 ਅਕਤੂਬਰ 2025 ਨੂੰ ਦਰਜ ਕੀਤਾ ਸੀ। ਡੀਆਈਜੀ ਭੁੱਲਰ ਅਤੇ ਉਨ੍ਹਾਂ ਦੇ ਸਾਥੀ ਖਿਲਾਫ ਇਲਜ਼ਾਮ ਲੱਗੇ ਸਨ ਕਿ ਉਨ੍ਹਾਂ ਨੇ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਉਸ ਨੂੰ ਰੰਗੇ ਹੱਥੀਂ ਗਿ੍ਰਫਤਾਰ ਵੀ ਕਰ ਲਿਆ ਸੀ। ਇਹ ਵੀ ਦੱਸਣਯੋਗ ਹੈ ਕਿ ਜਦੋਂ ਭੁੱਲਰ ਖਿਲਾਫ ਭਿ੍ਰਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ।

ਦਸੂਹਾ (ਹੁਸ਼ਿਆਰਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ 'ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ ਮਿਲਦੀ ਰਹੇਗੀ।
ਇਸ ਮੌਕੇ ਉਨ੍ਹਾਂ ਨੇ ਸੰਕਲਪ ਲੈਂਦਿਆਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਥਾਈ ਤੌਰ 'ਤੇ ਵਿਵਸਥਾ ਕਰ ਦਿੱਤੀ ਹੈ ਕਿਉਂਕਿ ਬੇਅਦਬੀ ਦੇ ਗੁਨਾਹਗਾਰ ਨੂੰ ਹੁਣ ਉਮਰ ਕੈਦ ਦੀ ਸਜ਼ਾ ਭੁਗਤਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਦੀ ਨੀਅਤ ਸਾਫ ਹੁੰਦੀ ਤਾਂ ਬਹੁਤ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਦਾ ਵਾਪਰਨਾ ਬੰਦ ਹੋ ਸਕਦਾ ਸੀ।
ਪੰਜਾਬ ਨੂੰ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ ਦਲ ਅਤੇ ਸੂਬੇ ਨੂੰ ਬਦਨਾਮ ਕਰਨ ਲਈ ਹਰ ਰੋਜ਼ ਕੂੜ ਪ੍ਰਚਾਰ ਕਰਨ ਲਈ ਸਾਰੀਆਂ ਵਿਰੋਧੀ ਪਾਰਟੀਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਪਹਿਲਾਂ ਆਈਆਂ ਸਰਕਾਰਾਂ ਵਿੱਚ ਇੱਕੋ ਇੱਕ ਫ਼ਰਕ ਹੈ ਹੁਣ ਲੋਕਾਂ ਦਾ ਪੈਸਾ ਲੋਕਾਂ ਕੋਲ ਜਾਂਦਾ ਹੈ, ਪਹਿਲਾਂ ਵਾਂਗ ਲੀਡਰਾਂ ਦੀਆਂ ਜੇਬਾਂ ਵਿੱਚ ਨਹੀਂ ਜਾਂਦਾ।
ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੀ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਤੋਂ ਈਰਖਾ ਕਰਦੇ ਹੋਏ ਪੰਜਾਬ ਦੇ ਦੋਖੀ ਮੇਰੇ ਵਿਰੁੱਧ ਬਦਨੀਅਤ ਨਾਲ ਕੂੜ ਪ੍ਰਚਾਰ ਕਰ ਰਹੇ ਹਨ। ਇਹ ਤਾਕਤਾਂ ਜੋ ਸੂਬੇ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਦੀਆਂ ਦੁਸ਼ਮਣ ਹਨ, ਹੁਣ ਮੈਨੂੰ ਬੇਤੁੱਕੇ ਮੁੱਦਿਆਂ 'ਤੇ ਬਦਨਾਮ ਕਰਨ ਲਈ ਨੀਵੇਂ ਪੱਧਰ ’ਤੇ ਡਿੱਗ ਚੁੱਕੀਆਂ ਹਨ। ਮੇਰਾ ਜੀਵਨ ਇੱਕ ਖੁੱਲ੍ਹੀ ਕਿਤਾਬ ਹੈ ਕਿਉਂਕਿ ਮੈਂ ਆਪਣਾ ਸਾਰਾ ਜੀਵਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਨੂੰ ਸਮਰਪਿਤ ਕੀਤਾ ਹੈ ਅਤੇ ਇਸ ਨੇਕ ਕੰਮ ਲਈ ਸਖ਼ਤ ਯਤਨ ਕਰ ਰਿਹਾ ਹਾਂ।”
ਉਨ੍ਹਾਂ ਨੇ ਅੱਗੇ ਕਿਹਾ, “ਰਵਾਇਤੀ ਪਾਰਟੀਆਂ ਨੇ ਹਮੇਸ਼ਾ ਲੋਕਾਂ ਨੂੰ ਆਪਣਾ ਵੋਟ ਬੈਂਕ ਸਮਝਿਆ ਹੈ ਅਤੇ ਕਦੇ ਵੀ ਉਨ੍ਹਾਂ ਦੀ ਭਲਾਈ ਦੀ ਪ੍ਰਵਾਹ ਨਹੀਂ ਕੀਤੀ, ਅਤੇ ਉਹ ਇਸ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ, ਜਿਸ ਕਾਰਨ ਮੇਰੇ ਵਿਰੁੱਧ ਬੇਬੁਨਿਆਦ ਪ੍ਰਚਾਰ ਕਰ ਰਹੇ ਹਨ।”
ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਤਾਕਤਾਂ ਹੁਣ ਬੇਬੁਨਿਆਦ, ਤਰਕਹੀਣ ਅਤੇ ਗੁੰਮਰਾਹਕੁੰਨ ਪ੍ਰਚਾਰ ਨਾਲ ਮੇਰੇ ਅਕਸ ਨੂੰ ਖਰਾਬ ਕਰਨ 'ਤੇ ਤੁਲੀਆਂ ਹੋਈਆਂ ਹਨ, ਜਿਸ ਕਾਰਨ ਸੂਬੇ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਮੈਂ ਸੂਬੇ ਦੇ ਬੇਮਿਸਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਜੀਅ-ਜਾਨ ਨਾਲ ਕੰਮ ਕਰ ਰਿਹਾ ਹੈ ਅਤੇ ਆਏ ਦਿਨ ਅਸੀਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਲੋਕ-ਪੱਖੀ ਉਪਰਾਲੇ ਕਰ ਰਹੇ ਹਾਂ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਪਹਿਲੀਆਂ ਸਰਕਾਰਾਂ ਦੇ ਉਲਟ, ਮੈਂ ਕਦੇ ਵੀ ਸਰਕਾਰੀ ਖਜ਼ਾਨੇ ਵਿੱਚੋਂ ਇੱਕ ਪੈਸਾ ਵੀ ਨਹੀਂ ਮੰਗਿਆ, ਸਗੋਂ ਮੈਂ ਇਹ ਯਕੀਨੀ ਬਣਾਇਆ ਹੈ ਕਿ ਟੈਕਸਦਾਤਾਵਾਂ ਦਾ ਇੱਕ-ਇੱਕ ਰੁਪਿਆ ਜਨਤਕ ਭਲਾਈ ਲਈ ਸਮਝਦਾਰੀ ਨਾਲ ਖਰਚ ਕੀਤਾ ਜਾਵੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਉਨ੍ਹਾਂ ਦਾ ਪੁੱਤਰ ਤੇ ਭਰਾ ਹੋਣ ਦੇ ਨਾਤੇ ਮੈਂ ਆਪਣੇ ਪਹਿਲੇ ਲੀਡਰਾਂ ਵਾਂਗ ਅਮੀਰੀ ਦੀ ਜ਼ਿੰਦਗੀ ਜੀਉਣ ਦੀ ਬਜਾਏ ਆਮ ਲੋਕਾਂ ਦੇ ਦੁੱਖ-ਦਰਦ ਵੰਡਾਉਣ 'ਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਪਹਿਲਾਂ ਦਾ ਕੋਈ ਵੀ ਸ਼ਾਸਕ ਲੋਕਾਂ ਕੋਲ ਇਸ ਤਰੀਕੇ ਨਾਲ ਨਹੀਂ ਆਇਆ ਸੀ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਖੁੱਲ੍ਹ ਕੇ ਗੱਲਬਾਤ ਕਰੇ ਅਤੇ ਉਨ੍ਹਾਂ ਮੁਸ਼ਕਲਾਂ ਨੂੰ ਤਨਦੇਹੀ ਨਾਲ ਹੱਲ ਕਰੇ।”
ਮੁੱਖ ਮੰਤਰੀ ਨੇ ਅੱਗੇ ਕਿਹਾ, "ਉਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਹਮੇਸ਼ਾ ਲੋਕਾਂ ਨੂੰ ਮਿਲਣ ਦੀ ਬਜਾਏ ਆਪਣੇ ਮਹਿਲ ਦੀਆਂ ਉੱਚੀਆਂ ਕੰਧਾਂ ਵਿੱਚ ਆਪਣੇ ਆਪ ਨੂੰ ਸੀਮਤ ਰੱਖਿਆ ਹੈ ਅਤੇ ਹੁਣ ਸੂਬਾ ਸਰਕਾਰ ਦੇ ਹਰ ਕਦਮ ਤੋਂ ਉਹ ਬੁਖਲਾਏ ਹੋਏ ਹਨ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਹਮੇਸ਼ਾ ਵਿਕਾਸ ਮੁਖੀ ਅਤੇ ਨਾਗਰਿਕ ਕੇਂਦਰਿਤ ਨੀਤੀਆਂ ਬਣਾਉਣ ਲਈ ਸਿੱਧਾ ਲੋਕਾਂ ਤੋਂ ਫੀਡਬੈਕ ਲੈਣ ਲਈ ਮੈਦਾਨ ਵਿੱਚ ਰਿਹਾ ਹਾਂ, ਜਿਸ ਨਾਲ ਪੰਜਾਬ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਨਾਲ ਪੂਰੀ ਵਿਰੋਧੀ ਧਿਰ ਸਦਮੇ ਵਿੱਚ ਹੈ ਅਤੇ ਸਾਰੇ ਵਿਰੋਧੀਆਂ ਨੇ ਝੂਠੇ ਦੋਸ਼ ਲਾ ਕੇ ਮੈਨੂੰ ਬਦਨਾਮ ਕਰਨ ਲਈ ਸੋਚੀ-ਸਮਝੀ ਰਣਨੀਤੀ ਨਾਲ ਮੇਰੇ ਵਿਰੁੱਧ ਹੱਥ ਮਿਲਾਇਆ ਹੈ।”
ਉਨ੍ਹਾਂ ਅੱਗੇ ਕਿਹਾ, “ਇਹ ਤਾਕਤਾਂ ਮਨਘੜਤ ਅਤੇ ਅਪਮਾਨਜਨਕ ਕਹਾਣੀ ਘੜ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਜਿਸ ਨੂੰ ਲੋਕ ਸਵੀਕਾਰ ਨਹੀਂ ਕਰਨਗੇ ਅਤੇ ਇਨ੍ਹਾਂ ਤਾਕਤਾਂ ਨੂੰ ਸਬਕ ਸਿਖਾਇਆ ਜਾਵੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਸੂਬੇ ਦੇ ਸੂਝਵਾਨ ਲੋਕ ਵਿਰੋਧੀ ਧਿਰ ਦੇ ਇਨ੍ਹਾਂ ਆਗੂਆਂ ਦੇ ਸ਼ੱਕੀ ਤੇ ਧੋਖੇਬਾਜ਼ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਹ ਜ਼ਰੂਰ ਇਨ੍ਹਾਂ ਨੂੰ ਸਬਕ ਸਿਖਾਉਣਗੇ। ਵਿਰੋਧੀ ਧਿਰ ਦੀਆਂ ਨੌਟੰਕੀਆਂ ਮੈਨੂੰ ਕਦੇ ਵੀ ਸੂਬੇ ਦੇ ਲੋਕਾਂ ਦੀ ਸੇਵਾ ਤੋਂ ਨਹੀਂ ਰੋਕ ਸਕਦੀਆਂ ਅਤੇ ਮੈਂ ਆਪਣੇ ਆਖਰੀ ਸਾਹ ਤੱਕ ਡਟਿਆ ਰਹਾਂਗਾ।”
ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਪਾਰਟੀਆਂ ਕੋਲ ਸੂਬਾ ਸਰਕਾਰ ਵਿਰੁੱਧ ਕੋਈ ਏਜੰਡਾ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ ਜਿਸ ਕਰਕੇ ਵਿਰੋਧੀ ਧਿਰਾਂ ਮੁੱਦਾਹੀਣ ਹਨ।”
ਅਕਾਲੀ ਦਲ 'ਤੇ ਸਿੱਧਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਕਾਲੀਆਂ ਨੂੰ ਪਾਈ ਗਈ ਹਰ ਵੋਟ ਗੁਰੂ ਸਾਹਿਬ ਜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੀ ਬੇਅਦਬੀ ਦੇ ਹੱਕ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਹਰੇਕ ਵਿਅਕਤੀ ਦੀ ਮਾਨਸਿਕਤਾ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਨਿਰਦੋਸ਼ਾਂ 'ਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਹੈ। ਇਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੀ ਘੋਰ ਨਿਰਾਦਰ ਕੀਤਾ ਹੈ।"
ਉਨ੍ਹਾਂ ਅੱਗੇ ਕਿਹਾ, "ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸੂਬੇ ਦਾ ਵੱਡਾ ਵਿਕਾਸ ਹੋਇਆ ਹੈ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਦੇ ਮੁੱਦੇ ’ਤੇ ਅੱਖਾਂ ਬੰਦ ਕਰ ਲੈਂਦੇ ਹਨ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਨਿਰਦੋਸ਼ ਲੋਕ ਮਾਰੇ ਗਏ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਅਸਲ ਵਿੱਚ 'ਪਰਿਵਾਰ ਬਚਾਓ ਯਾਤਰਾ' ਹੈ। 15 ਸਾਲਾਂ ਤੱਕ ਸੂਬੇ ਨੂੰ ਲੁੱਟਣ ਤੋਂ ਬਾਅਦ, ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।"
ਉਨ੍ਹਾਂ ਅੱਗੇ ਕਿਹਾ, “ਅਕਾਲੀਆਂ ਨੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਡੂੰਘੀ ਸੱਟ ਮਾਰਨ ਅਤੇ ਸੂਬੇ ਦੇ ਕਈ ਮਾਫੀਆ ਨੂੰ ਸਰਪ੍ਰਸਤੀ ਦੇਣ ਤੋਂ ਇਲਾਵਾ, ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਸੀ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਗਈ ਸੀ ਅਤੇ ਉਨ੍ਹਾਂ ਦੇ ਲੰਮੇ ਕੁਸ਼ਾਸਨ ਦੌਰਾਨ ਇਹ ਕਾਰੋਬਾਰ ਵਧਿਆ-ਫੁੱਲਿਆ ਸੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਅਕਾਲੀਆਂ 'ਤੇ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਨਸ਼ਿਆਂ ਦੇ ਵਪਾਰ ਨੂੰ ਉਨ੍ਹਾਂ ਦੁਆਰਾ ਸਰਪ੍ਰਸਤੀ ਦਿੱਤੀ ਗਈ ਸੀ। ਇਨ੍ਹਾਂ ਆਗੂਆਂ ਦੇ ਹੱਥ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਜੋ ਉਨ੍ਹਾਂ ਦੀਆਂ ਸਰਕਾਰੀ ਗੱਡੀਆਂ ਵਿੱਚ ਸੂਬੇ ਵਿੱਚ ਸਪਲਾਈ ਕੀਤੇ ਜਾਣ ਵਾਲੇ ਨਸ਼ੇ ਦਾ ਸ਼ਿਕਾਰ ਹੋ ਗਏ ਸਨ। ਇਨ੍ਹਾਂ ਆਗੂਆਂ ਦੇ ਪਾਪ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕੁਕਰਮਾਂ ਲਈ ਲੋਕ ਕਦੇ ਵੀ ਮੁਆਫ਼ ਨਹੀਂ ਕਰ ਸਕਦੇ।”
ਵਿਧਾਨਕ ਕਾਰਵਾਈ 'ਤੇ ਚਾਨਣਾ ਪਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਖੁਸ਼ਕਿਸਮਤ ਹਾਂ ਕਿ ਪ੍ਰਮਾਤਮਾ ਨੇ ਸਾਨੂੰ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਪਾਸ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਖ਼ਤ ਸਜ਼ਾ ਨਿਰਧਾਰਤ ਕੀਤੀ ਗਈ ਹੈ। ਇਹ ਐਕਟ ਭਵਿੱਖ ਵਿੱਚ ਬੇਅਦਬੀ ਦੇ ਅੰਤ ਨੂੰ ਦਰਸਾਉਂਦਾ ਹੈ ਕਿਉਂਕਿ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਕਦੇ ਵੀ ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹੋਣ ਦੀ ਹਿੰਮਤ ਨਹੀਂ ਕਰੇਗਾ।"
ਉਨ੍ਹਾਂ ਅੱਗੇ ਕਿਹਾ, "ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਘਿਨਾਉਣਾ ਜੁਰਮ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ, ਸਦਭਾਵਨਾ, ਭਾਈਚਾਰਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ। ਇਹ ਐਕਟ ਇਹ ਯਕੀਨੀ ਬਣਾਏਗਾ ਕਿ ਇਸ ਨਾ-ਮੁਆਫੀਯੋਗ ਅਪਰਾਧ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਦੂਜਿਆਂ ਲਈ ਮਿਸਾਲ ਕਾਇਮ ਹੋਵੇਗੀ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਹਨ ਅਤੇ ਸੂਬਾ ਸਰਕਾਰ ਪਵਿੱਤਰ ਗ੍ਰੰਥ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਦੁਨੀਆ ਭਰ ਦੇ ਲੋਕ ਖੁਸ਼ ਹਨ ਅਤੇ ਮੈਨੂੰ ਰੋਜ਼ਾਨਾ ਉਨ੍ਹਾਂ ਲੋਕਾਂ ਦੇ ਕਈ ਫੋਨ ਆ ਰਹੇ ਹਨ ਜੋ ਇਸ ਇਤਿਹਾਸਕ ਐਕਟ ਲਈ ਮੇਰਾ ਧੰਨਵਾਦ ਕਰਦੇ ਹਨ।”
ਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮੌਕਾਪ੍ਰਸਤ ਆਗੂ ਹਨ ਜੋ ਆਪਣੀ ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣੇ ਰੰਗ ਤੇ ਸਟੈਂਡ ਬਦਲਦੇ ਹਨ। ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦੀ ਕਠਪੁਤਲੀ ਸੀ ਅਤੇ ਉਨ੍ਹਾਂ ਨੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਸ਼ੌਕ ਰੱਖਣ ਲਈ ਉਨ੍ਹਾਂ ਨੂੰ ਸਰ ਦੀ ਉਪਾਧੀ ਦਿੱਤੀ ਸੀ।”
ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਸਨਮਾਨਿਤ ਕੀਤਾ ਸੀ। ਇਸ ਕਾਰਵਾਈ ਨੇ ਉਨ੍ਹਾਂ ਦੀ ਰਾਸ਼ਟਰ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਕਿਰਦਾਰ ਨੂੰ ਨੰਗਾ ਕਰ ਦਿੱਤਾ।”
ਉਨ੍ਹਾਂ ਅੱਗੇ ਕਿਹਾ, "ਸਿਰਫ ਇਹ ਹੀ ਨਹੀਂ, ਪਰਿਵਾਰ ਨੇ ਇਹ ਵੀ ਯਕੀਨੀ ਬਣਾਇਆ ਕਿ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦਿੱਤੀ ਜਾਵੇ। ਇਹ ਹੋਰ ਵੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਜਥੇਦਾਰ ਅਰੂੜ ਸਿੰਘ, ਜਿਸ ਨੇ ਸਿਰੋਪਾ ਦਿੱਤਾ ਸੀ, ਸਾਬਕਾ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਜੀ ਸਨ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਤਿਹਾਸ ਮਿਟਾਇਆ ਨਹੀਂ ਜਾ ਸਕਦਾ ਅਤੇ ਬਾਦਲਾਂ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ 'ਤੇ ਉੱਕਰੇ ਹੋਏ ਹਨ। ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨ ਦੀ ਇੱਛਾ ਰੱਖਦਾ ਹੈ, ਜਿਸ ਕਰਕੇ ਉਨ੍ਹਾਂ ਕੋਲ ਚੋਣਾਂ ਵਿੱਚ ਕੰਮ ਕਰਨ ਲਈ ਆਮ ਵਰਕਰਾਂ ਦੀ ਥਾਂ ਜ਼ਿਆਦਾ ਮੁੱਖ ਮੰਤਰੀ ਦੇ ਚਿਹਰੇ ਹਨ। ਕਾਂਗਰਸ ਪਾਰਟੀ ਇੱਕ ਵੰਡਿਆ ਹੋਇਆ ਘਰ ਹੈ ਜੋ ਉਨ੍ਹਾਂ ਦੇ ਆਪਸੀ ਕਾਟੋ ਕਲੇਸ਼ ਨਾਲ ਹੀ ਢਹਿ-ਢੇਰੀ ਹੋ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਕੋਲ ਤਿੰਨ ਕਲਮਾਂ ਵਿੱਚੋਂ ਕਿਸੇ ਇੱਕ ਨੂੰ ਚੁਣਨ ਦਾ ਬਦਲ ਹੋਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਕਲਮ ਲਾਲ ਸਿਆਹੀ ਵਾਲੀ ਕਾਂਗਰਸ ਦੀ ਕਲਮ ਹੈ, ਜੋ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲੇ, 1984 ਦੇ ਦੰਗਿਆਂ ਅਤੇ ਹੋਰ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਸਟੈਂਡਾਂ ਦੀ ਪ੍ਰਤੀਕ ਹੈ। ਦੂਜੀ ਕਲਮ ਅਕਾਲੀਆਂ ਦੀ ਹੈ ਜਿਸ ਕੋਲ ਸਿਰਫ਼ ਇੱਕ ਸਿਆਹੀ ਹੈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ। ਤੀਜੀ ਕਲਮ 'ਆਪ' ਪਾਰਟੀ ਦੀ ਹੈ ਜੋ ਹਰ ਆਏ ਦਿਨ ਮਾਰਗ-ਦਰਸ਼ਕ ਪਹਿਲਕਦਮੀਆਂ ਨਾਲ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਰਹੀ ਹੈ।
ਪ੍ਰਸ਼ਾਸਨ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਅਸੀਂ ਇਸਨੂੰ ਸਮਝਦਾਰੀ ਨਾਲ ਲੋਕਾਂ ਦੀ ਭਲਾਈ 'ਤੇ ਖਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਸੀਂ 90 ਫੀਸਦ ਘਰ-ਪਰਿਵਾਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ, ਭ੍ਰਿਸ਼ਟਾਚਾਰ ਤੋਂ ਬਿਨਾਂ ਨੌਜਵਾਨਾਂ ਨੂੰ 65,000 ਤੋਂ ਵੱਧ ਨੌਕਰੀਆਂ ਦਿੱਤੀਆਂ, ਮਜ਼ਬੂਤ ਸੜਕਾਂ ਬਣਾਈਆਂ, ਟੋਲ ਪਲਾਜ਼ੇ ਬੰਦ ਕੀਤੇ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋਈ ਹੈ, ਅਤੇ ਉਸਾਰੂ ਬੁਨਿਆਦੀ ਢਾਂਚਾ ਉਸਾਰ ਰਹੇ ਹਾਂ।
ਉਨ੍ਹਾਂ ਅੱਗੇ ਕਿਹਾ, ‘’ਜਿਸ ਸਮੇਂ ਅਸੀਂ ਸੱਤਾ ‘ਚ ਆਏ, ਉਸ ਸਮੇਂ ਸੂਬੇ ਵਿੱਚ ਸਿੰਚਾਈ ਦੇ ਉਦੇਸ਼ਾਂ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ।
ਸਮਾਜ ਸੁਧਾਰ 'ਤੇ ਜ਼ੋਰ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੋਈ ਵੀ ਮੁਫ਼ਤ ਜਾਂ ਰਿਆਇਤ ਵਾਲੇ ਕਾਰਡ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੇ ਪਰ ਸਿੱਖਿਆ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਮਕੜਜਾਲ ਵਿੱਚੋਂ ਬਾਹਰ ਕੱਢ ਸਕਦੀ ਹੈ। ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਕੇ ਦੁਨੀਆ ਨੂੰ ਰੌਸ਼ਨ ਕਰਦੀ ਹੈ ਅਤੇ ਇਸੇ ਲਈ ਅਸੀਂ ਇਸ 'ਤੇ ਵਿਸ਼ੇਸ਼ ਜ਼ੋਰ ਦੇ ਰਹੇ ਹਾਂ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ ਅਤੇ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਬਣਵਾ ਚੁੱਕੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਇਸ ਯੋਜਨਾ ਤਹਿਤ ਹੁਣ ਤੱਕ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਹਾਸਲ ਕੀਤੀ ਹੈ ਅਤੇ ਮੈਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ।
ਉਨ੍ਹਾਂ ਅੱਗੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਲਈ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।”
ਮਹਿਲਾ ਸਸ਼ਕਤੀਕਰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਨ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾ ਰਹੇ ਹਨ।”
ਉਨ੍ਹਾਂ ਅੱਗੇ ਕਿਹਾ, “ਇਹ ਕੋਈ ਰਾਜਨੀਤਿਕ ਸਮਾਗਮ ਨਹੀਂ ਹੈ, ਸਗੋਂ ਲੋਕਾਂ ਨਾਲ ਗੱਲਬਾਤ ਦਾ ਇੱਕ ਜ਼ਰੀਆ ਹੈ। ਕਈ ਸਰਕਾਰਾਂ ਆਈਆਂ ਅਤੇ ਗਈਆਂ ਪਰ ਕਿਸੇ ਨੇ ਵੀ ਲੋਕਾਂ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ। ਇਨ੍ਹਾਂ ਪਾਰਟੀਆਂ ਨੇ ਆਪਣੇ ਮੁਫਾਦਾਂ ਲਈ ਕੋਝੀਆਂ ਖੇਡਾਂ ਖੇਡੀਆਂ ਅਤੇ ਰਾਜ ਦੀ ਦੌਲਤ ਲੁੱਟੀ, ਪਰ ਲੋਕਾਂ ਨੇ ਝਾੜੂ ਨੂੰ ਵੋਟ ਦਿੱਤੀ, ਜਿਸਨੇ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਦੀ ਨੁਹਾਰ ਬਦਲ ਦਿੱਤੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਆਗੂ ਪਹਿਲਾਂ ਪੰਜ ਮੌਕੇ ਦਿੱਤੇ ਜਾਣ ਦੇ ਬਾਵਜੂਦ ਲੋਕਾਂ ਤੋਂ ਇੱਕ ਹੋਰ ਮੌਕਾ ਮੰਗ ਰਹੇ ਹਨ। ਲੋਕਾਂ ਦੀ ਸੇਵਾ ਕਰਨ ਦੀ ਬਜਾਏ, ਉਨ੍ਹਾਂ ਨੇ ਸੂਬੇ ਨੂੰ ਲੁੱਟਿਆ ਅਤੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਇਹ ਪਾਰਟੀਆਂ ਸੂਬੇ ਦੀ ਦੌਲਤ ਨੂੰ ਦੁਬਾਰਾ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰ ਰਹੀਆਂ ਹਨ, ਜੋ ਕਿ ਸੱਤਾ ਪ੍ਰਾਪਤ ਕਰਨ ਦਾ ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਲੋਕ ਕਦੇ ਵੀ ਸੂਬੇ ਜਾਂ ਇਥੋਂ ਦੇ ਲੋਕਾਂ ਦੀ ਪ੍ਰਵਾਹ ਨਹੀਂ ਕਰਦੇ ਅਤੇ ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸਰਕਾਰ ਦੀ ਦੁਰਵਰਤੋਂ ਕਰਕੇ ਸੱਤਾ ਹਥਿਆਉਣਾ ਹੈ। ਇਹ ਮੌਕਾਪ੍ਰਸਤ ਆਗੂ ਹੈਰਾਨ ਹਨ  ਕਿਉਂਕਿ ਲੋਕ ਹੁਣ ਉਨ੍ਹਾਂ ਵੱਲ ਅੱਖ ਨਹੀਂ ਕਰ ਰਹੇ  ਅਤੇ ਉਨ੍ਹਾਂ ਦਾ ਏਜੰਡਾ ਆਪਣੇ  ਪਰਿਵਾਰਾਂ ਦੀ ਭਲਾਈ ਤੱਕ ਸੀਮਤ ਹੈ।”
ਉਨ੍ਹਾਂ ਅੱਗੇ ਕਿਹਾ, “ਇਹਨਾਂ ਪਾਰਟੀਆਂ ਨੇ ਲੰਬੇ ਸਮੇਂ ਤੱਕ ਰਾਜ ਕੀਤਾ ਪਰ ਆਪਣੀ ਅਯੋਗਤਾ ਅਤੇ ਕੁਸ਼ਾਸਨ ਕਾਰਨ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ ਜੋ ਉਨ੍ਹਾਂ ਲਈ ਅਣਥੱਕ ਮਿਹਨਤ ਕਰ ਰਹੀ ਹੈ। ਰਵਾਇਤੀ ਪਾਰਟੀਆਂ ਸਾਡੇ ਨਾਲ ਇਸ ਲਈ ਈਰਖਾ ਕਰਦੀਆਂ ਹਨ ਕਿਉਂਕਿ ਅਸੀਂ ਆਮ ਆਦਮੀ ਦੀ ਭਲਾਈ ਦਾ ਏਜੰਡਾ ਰੱਖਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਪਾਰਟੀਆਂ ਨੇ ਸੱਤਾ ਵਿੱਚ ਆ ਕੇ ਲੋਕਾਂ ਅਤੇ ਦੇਸ਼ ਨੂੰ ਲੁੱਟਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ । ਸੁਖਬੀਰ ਸਿੰਘ ਬਾਦਲ ਪੰਜਾਬ ਦੇ ਇੱਕ ਕਾਨਵੈਂਟ ਪੜ੍ਹੇ-ਲਿਖੇ ਰਾਜਨੀਤਿਕ ਨੇਤਾ ਹਨ ਜੋ ਸੂਬੇ ਦੀ ਮੁੱਢਲੀ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਹਨ ਪਰ ਫਿਰ ਵੀ ਰਾਜਨੀਤਿਕ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ।”

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਸਾਮਾਨ ਬਾਰੇ ਮੰਗਿਆ ਸਪਸ਼ਟੀਕਰਨ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਸਬੰਧੀ ਜਾਣਕਾਰੀ ਦਿੰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਇਸ ਪੱਤਰ ਰਾਹੀਂ ਉਨ੍ਹਾਂ ਨੇ ਭਾਰਤ ਦੇ ਗ੍ਰਹਿ ਮੰਤਰੀ ਪਾਸੋਂ ਜੂਨ 1984 ਵਿੱਚ ਹੋਏ ਫੌਜੀ ਹਮਲੇ ਦਰਮਿਆਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਪਾਵਨ ਸਰੂਪ, ਹੁਕਮਨਾਮੇ ਅਤੇ ਹੋਰ ਦਸਤਾਵੇਜ਼, ਜੋ ਫੌਜ ਲੈ ਗਈ ਸੀ, ਉਸਦੀ ਸਥਿਤੀ ਬਾਰੇ ਜਾਣਕਾਰੀ ਮੰਗੀ ਹੈ। ਉਹਨਾਂ ਪੱਤਰ ਵਿੱਚ ਇਹ ਵੀ ਕਿਹਾ ਹੈ ਕਿ ਇਹ ਸਥਿਤੀ ਬਾਰੇ ਸਪਸ਼ਟ ਜਾਣਕਾਰੀ ਅਤੇ ਰਿਕਾਰਡ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਸੰਗਤਾਂ ਵਿੱਚ ਪੈਦਾ ਹੋ ਰਹੀ ਦੁਬਿਧਾ ਨੂੰ ਦੂਰ ਕੀਤਾ ਜਾ ਸਕੇ। ਗਿਆਨੀ ਰਘਬੀਰ ਸਿੰਘ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਇੱਕ ਪਰਿਵਾਰ ਦੇ ਇਸ਼ਾਰੇ ’ਤੇ ਚੱਲ ਰਿਹਾ ਹੈ। ਬੇਅਦਬੀ ਕਾਨੂੰਨ ਸਬੰਧੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਦਾ ਸਹਿਯੋਗ ਕਰਨਾ ਚਾਹੀਦਾ ਹੈ।  

ਮੰਡੀ ਗੋਬਿੰਦਗੜ੍ਹ, 4 ਮਈ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਫਾਰਮੇਸੀ ਵੱਲੋਂ ਇੱਕ ਰੰਗੀਨ ਐਲੂਮਨਾਈ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੁਰਾਣੇ ਵਿਦਿਆਰਥੀ, ਅਧਿਆਪਕ ਅਤੇ ਮੌਜੂਦਾ ਵਿਦਿਆਰਥੀ ਇਕੱਠੇ ਹੋਏ। ਇਹ ਸਮਾਗਮ ਸਾਂਝੀਆਂ ਯਾਦਾਂ, ਪੇਸ਼ੇਵਰ ਵਿਕਾਸ ਅਤੇ ਸੰਸਥਾਤਮਕ ਮਾਣ ਦਾ ਪ੍ਰਤੀਕ ਬਣਿਆ।
ਇਹ ਪ੍ਰੋਗਰਾਮ ਐਲੂਮਨਾਈ ਲਈ ਆਪਣੀ ਮਾਂ ਸੰਸਥਾ ਨਾਲ ਦੁਬਾਰਾ ਜੁੜਨ ਦਾ ਮਹੱਤਵਪੂਰਨ ਮੰਚ ਸਾਬਤ ਹੋਇਆ, ਜਿੱਥੇ ਉਨ੍ਹਾਂ ਨੇ ਆਪਣੇ ਪੇਸ਼ੇਵਰ ਸਫਰ ਸਾਂਝੇ ਕੀਤੇ। ਉਨ੍ਹਾਂ ਦੇ ਤਜਰਬਿਆਂ ਨੇ ਕਰੀਅਰ ਮੌਕਿਆਂ, ਉਦਯੋਗ ਦੀਆਂ ਉਮੀਦਾਂ ਅਤੇ ਲਾਜ਼ਮੀ ਹੁਨਰ ਵਿਕਾਸ ਬਾਰੇ ਕੀਮਤੀ ਜਾਣਕਾਰੀ ਦਿੱਤੀ, ਜਿਸ ਨਾਲ ਵਿਦਿਆਰਥੀਆਂ ਨੂੰ ਉੱਚੇ ਲਕਸ਼ ਬਣਾਉਣ ਅਤੇ ਆਪਣੇ ਭਵਿੱਖ ਦੀ ਯੋਜਨਾ ਬਣਾਉਣ ਲਈ ਪ੍ਰੇਰਣਾ ਮਿਲੀ।
ਸਮਾਗਮ ਵਿੱਚ ਸਵਾਗਤ ਸੰਬੋਧਨ, ਇੰਟਰਐਕਟਿਵ ਸੈਸ਼ਨ ਅਤੇ ਦਿਲ ਨੂੰ ਛੂਹਣ ਵਾਲੀਆਂ ਯਾਦਾਂ ਸ਼ਾਮਲ ਸਨ। ਐਲੂਮਨਾਈ ਨੇ ਆਪਣੇ ਮਾਰਗਦਰਸ਼ਕਾਂ ਦਾ ਸੱਚੇ ਦਿਲੋਂ ਧੰਨਵਾਦ ਕੀਤਾ, ਜਦਕਿ ਅਧਿਆਪਕਾਂ ਨੇ ਆਪਣੇ ਪੁਰਾਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਲਗਾਤਾਰ ਸਹਿਯੋਗ ਲਈ ਉਤਸ਼ਾਹਿਤ ਕੀਤਾ।
ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ, ਚਰਚਾ ਵਿੱਚ ਸ਼ਾਮਲ ਹੋਏ ਅਤੇ ਕਰੀਅਰ ਯੋਜਨਾ ਅਤੇ ਪੇਸ਼ੇਵਰ ਤਰੱਕੀ ਬਾਰੇ ਵਿਆਹਾਰਿਕ ਗਿਆਨ ਹਾਸਲ ਕੀਤਾ। ਇਸ ਗਰਮਜੋਸ਼ ਅਤੇ ਯਾਦਗਾਰ ਮਾਹੌਲ ਨੇ ਨਾ ਸਿਰਫ਼ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ, ਸਗੋਂ ਮਜ਼ਬੂਤ ਸੰਬੰਧ ਵੀ ਬਣਾਏ, ਜਿਸ ਨਾਲ ਇੱਕ ਸਰਗਰਮ ਅਤੇ ਸਹਿਯੋਗੀ ਐਲੂਮਨਾਈ ਨੈੱਟਵਰਕ ਮਜ਼ਬੂਤ ਹੋਇਆ।
ਸਕੂਲ ਆਫ ਫਾਰਮੇਸੀ ਦੀ ਪ੍ਰਿੰਸੀਪਲ ਡਾ. ਪੂਜਾ ਗੁਲਾਟੀ ਨੇ ਪ੍ਰੇਰਣਾਦਾਇਕ ਸੰਬੋਧਨ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਫਾਰਮੇਸੀ ਖੇਤਰ ਵਿੱਚ ਨਿਰੰਤਰ ਸਿੱਖਣ, ਪੇਸ਼ੇਵਰ ਨੈਤਿਕਤਾ ਅਤੇ ਸਮਰਪਣ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਲਮਨਾਈ ਦੀਆਂ ਪ੍ਰਾਪਤੀਆਂ ਤੋਂ ਪ੍ਰੇਰਣਾ ਲੈਣ, ਆਪਣੇ ਲਕਸ਼ਾਂ ‘ਤੇ ਕੇਂਦ੍ਰਿਤ ਰਹਿਣ ਅਤੇ ਸਮਾਜ ਤੇ ਸਿਹਤ ਸੇਵਾਵਾਂ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ।
ਇਸ ਸਮਾਗਮ ਨੂੰ ਯੂਨੀਵਰਸਿਟੀ ਪ੍ਰਬੰਧਨ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਹੋਰ ਵੀ ਸ਼ਾਨ ਮਿਲੀ। ਚਾਂਸਲਰ ਡਾ. ਜੋਰਾ ਸਿੰਘ ਨੇ ਆਯੋਜਕਾਂ ਨੂੰ ਵਧਾਈ ਦਿੱਤੀ ਅਤੇ ਐਲੂਮਨਾਈ ਸੰਬੰਧਾਂ ਨੂੰ ਮਜ਼ਬੂਤ ਕਰਨ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਪਹਿਲ ਦੀ ਸਰਾਹਨਾ ਕੀਤੀ। ਵਾਈਸ ਚਾਂਸਲਰ ਪ੍ਰੋ. (ਡਾ.) ਹਰਸ਼ ਸਦਾਵਰਤੀ ਨੇ ਵੀ ਫਾਰਮੇਸੀ ਫੈਕਲਟੀ ਦੀ ਪ੍ਰਸ਼ੰਸਾ ਕਰਦੇ ਹੋਏ ਸੰਸਥਾ ਦੇ ਵਿਕਾਸ ਅਤੇ ਵਿਦਿਆਰਥੀ ਉੱਨਤੀ ਵਿੱਚ ਐਲਮਨਾਈ ਦੀ ਭੂਮਿਕਾ ਨੂੰ ਉਜਾਗਰ ਕੀਤਾ।

ਟਰਾਈਡੈਂਟ ਨੇ ਸਿਆਸੀ ਨਿਸ਼ਾਨਾ ਬਣਾਉਣ ਦੇ ਲਗਾਏ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਮਸ਼ਹੂਰ ਟਰਾਈਡੈਂਟ ਕੰਪਨੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵਿਚਾਲੇ ਚੱਲ ਰਹੀ ਕਾਨੂੰਨੀ ਲੜਾਈ ਹੁਣ ਹਾਈਕੋਰਟ ਤੱਕ ਪਹੁੰਚ ਗਈ ਹੈ, ਜਿੱਥੇ ਕੰਪਨੀ ਨੇ ਬੋਰਡ ਵਲੋਂ ਕੀਤੀ ਜਾ ਰਹੀ ਜਾਂਚ ਨੂੰ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਦੱਸਿਆ ਹੈ। ਟਰਾਈਡੈਂਟ ਦਾ ਕਹਿਣਾ ਹੈ ਕਿ ਕੰਪਨੀ ਦੇ ਸੰਸਥਾਪਕ ਰਾਜਿੰਦਰ ਗੁਪਤਾ ਦੀ ਸਿਆਸੀ ਸਾਂਝ ਬਦਲਣ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਜਾਂਚ ਦੌਰਾਨ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਇਸ ਕਾਰਨ ਉਨ੍ਹਾਂ ਨੇ ਹੁਣ ਕੇਂਦਰੀ ਪ੍ਰਦੂਸ਼ਣ ਕੰਟਰੋਲ ਰੋਕਥਾਮ ਬੋਰਡ ਤੋਂ ਨਿਰਪੱਖ ਅਤੇ ਸਾਂਝੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਧਰ ਦੂਜੇ ਪਾਸੇ ਪ੍ਰਦੂਸ਼ਣ ਬੋਰਡ ਨੇ ਇਨ੍ਹਾਂ ਇਲਜ਼ਾਮਾਂ ਨੂੰ ਨਕਾਰਦਿਆਂ ਇਸ ਨੂੰ ਸਿਰਫ ਇਕ ਰੁਟੀਨ ਦੀ ਕਾਰਵਾਈ ਦੱਸਿਆ ਹੈ ਅਤੇ ਫਿਲਹਾਲ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।

ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਅੱਜ ਮਜ਼ਦੂਰ ਦਿਵਸ ਉੱਤੇ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਚੰਡੀਗੜ੍ਹ ਵਿੱਚ ‘ਜਨਤਾ ਦੀ ਵਿਧਾਨ ਸਭਾ’ ਲਗਾਈ ਗਈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਕਾਰਜਕਾਰੀ ਮੈਂਬਰ ਤਰੁਨ ਚੁਘ, ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ, ਮਹਿਲਾ ਭਾਜਪਾ ਦੀ ਪ੍ਰਧਾਨ ਜੈ ਇੰਦਰ ਕੌਰ ਸਣੇ ਵੱਡੀ ਗਿਣਤੀ ਆਗੂ ਮੌਜੂਦ ਰਹੇ। ਇਨ੍ਹਾਂ ਆਗੂਆਂ ਨੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ। ਇਸ ਦੌਰਾਨ ਭਾਜਪਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਨਿੰਦਾ ਮਤਾ ਵੀ ਲਿਆਂਦਾ ਗਿਆ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੈ ਸਾਂਪਲਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਮਜ਼ਦੂਰਾਂ ਦੇ ਨਾਮ ਉੱਤੇ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਜੋ ਕਿ ਪੂਰੇ ਨਹੀਂ ਕੀਤੇ ਗਏ।  

ਸੁਨੀਲ ਜਾਖੜ ਨੇ ਕਿਹਾ : ਪੰਜਾਬ ਵਿਚ ਵੀ ਹੁਣ ਭਾਜਪਾ ਦੀ ਸਰਕਾਰ ਬਣੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਰਾਜ ਰੇਲ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਦੇ ਲੋਕਾਂ ਨੇ ਮਾਫੀਆ, ਨਸ਼ਿਆਂ ਅਤੇ ਭਿ੍ਰਸ਼ਟਾਚਾਰ ਖਿਲਾਫ ਵੋਟ ਪਾਈ ਹੈ, ਉਸੇ ਤਰ੍ਹਾਂ ਹੁਣ ਪੰਜਾਬ ਦੀ ਵਾਰੀ ਹੈ। ਬਿੱਟੂ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਵੀ ਜਲਦ ਹੀ ‘ਤਖਤ ਪਲਟ’ ਦੇਖਣ ਨੂੰ ਮਿਲੇਗਾ, ਕਿਉਂਕਿ ਇਥੋਂ ਦੇ ਲੋਕ ਵੀ ਬਿਹਤਰੀ ਲਈ ਬਦਲਾਅ ਚਾਹੁੰਦੇ ਹਨ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੱਛਮੀ ਬੰਗਾਲ ਵਿਚ ਭਾਜਪਾ ਨੇ ਬਹੁਮਤ ਹਾਸਲ ਕਰ ਲਿਆ ਅਤੇ ਹੁਣ 2027 ਵਿਚ ਪੰਜਾਬ ’ਚ ਵੀ ਭਾਜਪਾ ਦੀ ਸਰਕਾਰ ਬਣੇਗੀ। ਪੱਛਮੀ ਬੰਗਾਲ ਵਿਚ ਭਾਜਪਾ ਦੀ ਜਿੱਤ ’ਤੇ ਚੰਡੀਗੜ੍ਹ ’ਚ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੇ ਖੁਸ਼ੀ ਮਨਾਈ।

ਮੁੱਖ ਮੰਤਰੀ ਭਗਵੰਤ ਮਾਨ ਦੇ ਓਪਰੇ ਵਿਵਹਾਰ ਨੇ ਸਦਨ ਨੂੰ ਚੱਕਰੀਂ ਪਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ 1 ਮਈ ਨੂੰ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਇਜਲਾਸ ਹੰਗਾਮਿਆਂ ਭਰਪੂਰ ਰਿਹਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪ੍ਰਤੀ ‘ਗਰਮ-ਨਰਮ’ ਵਿਵਹਾਰ ਨੇ ਸਦਨ ਨੂੰ ਹੈਰਾਨ ਕਰ ਦਿੱਤਾ। ਮਜ਼ਦੂਰਾਂ ਦੇ ਹੱਕ ਵਿਚ ਪੇਸ਼ ਕੀਤੇ ਗਏ ਮਤੇ ’ਤੇ ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਚਾਨਕ ਗੁੱਸੇ ਵਿਚ ਆ ਕੇ ਬਾਜਵਾ ਦੇ ਬਿਆਨ ’ਤੇ ਇਤਰਾਜ਼ ਜਤਾਇਆ। ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਕ ਦਿਨ ਦੇ ਵਿਸ਼ੇਸ਼ ਇਜਲਾਸ ’ਤੇ ਸਵਾਲ ਚੁੱਕੇ ਸਨ। ਉਨ੍ਹਾਂ ਦਲੀਲ ਦਿੱਤੀ ਕਿ ਇਕ ਦਿਨ ਦੇ ਇਜਲਾਸਾਂ ਦਾ ਅੱਜ ਤੱਕ ਕੋਈ ਸਾਰਥਿਕ ਨਤੀਜਾ ਨਹੀਂ ਨਿਕਲਿਆ ਅਤੇ ਇਹ ਸਿਰਫ ਖਾਨਾਪੂਰਤੀ ਬਣ ਕੇ ਰਹਿ ਜਾਂਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਭਗਵੰਤ ਮਾਨ ਨੇ ਆਪਣੀ ਸੀਟ ਤੋਂ ਉਠ ਕੇ ਬਾਜਵਾ ਨੂੰ ਝਿੜਕਾਂ ਵੀ ਮਾਰੀਆਂ। ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਮੰਗ ਕੀਤੀ ਕਿ ਸਦਨ ਦੇ ਸਾਰੇ ਮੈਂਬਰਾਂ ਦਾ ‘ਐਲਕੋਮੀਟਰ’ ਟੈਸਟ ਕਰਵਾਇਆ ਜਾਵੇ। ਇਸ ਕਾਰਨ ਵਿਧਾਨ ਸਭਾ ਵਿਚ ਗੁੱਸੇ ਭਰੇ ਦਿ੍ਰਸ਼ ਦੇਖਣ ਨੂੰ ਮਿਲੇ ਅਤੇ ਖੁੱਲ੍ਹੀ ਬਹਿਸ ਹੋਈ। ਜ਼ਿਕਰਯੋਗ ਹੈ ਕਿ ਸਦਨ ਵਿਚ ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਦਾ ਕੋਈ ਵੀ ਵਿਧਾਇਕ ਮੌਜੂਦ ਨਹੀਂ ਸੀ।

ਚੰਡੀਗੜ੍ਹ : ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਅਪ੍ਰੈਲ 2026 ਵਿੱਚ ਇੱਕ ਮਹੱਤਵਪੂਰਨ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ.) ਦੋਵਾਂ ਦੀ ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ ਦੋਹਰੇ ਅੰਕਾਂ ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ, "ਸੂਬੇ ਨੇ ਸਫਲਤਾਪੂਰਵਕ ਇਹਨਾਂ ਦੋਵਾਂ ਖੇਤਰਾਂ ਤੋਂ ਲਗਭਗ 265 ਕਰੋੜ ਰੁਪਏ ਦਾ ਕੁੱਲ ਵਾਧੂ ਮਾਲੀਆ ਪ੍ਰਾਪਤ ਕੀਤਾ ਹੈ, ਜੋ ਕਿ ਪੂਰੀ ਤਰ੍ਹਾਂ ਨਾਲ ਬਿਹਤਰ ਨਿਗਰਾਨੀ ਪ੍ਰਣਾਲੀਆਂ, ਸਖ਼ਤ ਲਾਗੂਕਰਨ ਪ੍ਰੋਟੋਕੋਲ, ਅਤੇ ਇੱਕ ਪਾਰਦਰਸ਼ੀ ਕਰ ਪ੍ਰਸ਼ਾਸਨਿਕ ਢਾਂਚੇ ਦੀ ਬਦੌਲਤ ਹਾਸਲ ਕੀਤੀ ਗਈ ਸਫ਼ਲਤਾ ਹੈ।"

ਇਸ ਵਿੱਤੀ ਸਫਲਤਾ ਦੇ ਵਿਸਤ੍ਰਿਤ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹਨਾਂ ਵਿਸ਼ੇਸ਼ ਟੈਕਸ ਖੇਤਰਾਂ ਵਿੱਚ ਲਗਾਤਾਰ ਉੱਪਰ ਵੱਲ ਜਾਣ ਵਾਲਾ ਰੁਝਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜ਼ਾਬ ਸਰਕਾਰ ਦੀਆਂ ਸਪੱਸ਼ਟ ਨੀਤੀਗਤ ਤਰਜੀਹਾਂ ਨੂੰ ਉਜਾਗਰ ਕਰਦਾ ਹੈ। ਵਿੱਤ ਮੰਤਰੀ ਨੇ ਕਿਹਾ, "ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਸਾਡੀ ਵੈਟ ਪ੍ਰਾਪਤੀ ਨੇ ਅਪ੍ਰੈਲ 2026 ਦੇ ਮਹੀਨੇ ਲਈ 23.28% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਇਸ ਮਹੱਤਵਪੂਰਨ ਵਾਧੇ ਨੇ ਸੂਬੇ ਦੇ ਖਜ਼ਾਨੇ ਲਈ ਲਗਭਗ 230 ਕਰੋੜ ਰੁਪਏ ਦਾ ਸ਼ੁੱਧ ਵਾਧਾ ਦਰਜ ਕੀਤਾ ਹੈ, ਜੋ ਕਿ ਕਰ ਪ੍ਰਸ਼ਾਸਨ ਅਤੇ ਪਾਲਣਾ ਵਿੱਚ ਸਾਡੇ ਨਿਰੰਤਰ ਸੁਧਾਰਾਂ ਨੂੰ ਦਰਸਾਉਂਦਾ ਹੈ।"

ਸੂਬੇ ਦੇ ਵਿਕਾਸ ਟੈਕਸ ਮਾਲੀਏ ਵਿੱਚ ਸਮਕਾਲੀ ਸਫਲਤਾ ਬਾਰੇ ਵਿਸਤਾਰ ਵਿੱਚ ਦੱਸਦਿਆਂ, ਵਿੱਤ ਮੰਤਰੀ ਚੀਮਾ ਨੇ ਪੀ.ਐਸ.ਡੀ.ਟੀ. ਖੇਤਰ ਵਿੱਚ ਦੇਖੇ ਗਏ ਬਹੁਤ ਹੀ ਸਕਾਰਾਤਮਕ ਰੁਝਾਨਾਂ ਦੀ ਤਫ਼ਸੀਲ ਦਿੱਤੀ। ਉਨ੍ਹਾਂ ਕਿਹਾ, "ਵੈਟ ਵਿੱਚ ਮਜ਼ਬੂਤ ਪ੍ਰਦਰਸ਼ਨ ਦੇ ਨਾਲ-ਨਾਲ, ਸਾਡੀ ਪੀ.ਐਸ.ਡੀ.ਟੀ. ਉਗਰਾਹੀ ਵਿੱਚ ਵੀ 20.43% ਦਾ ਪ੍ਰਭਾਵਸ਼ਾਲੀ ਵਾਧਾ ਹੋਇਆ ਹੈ। ਇਹ ਵਾਧਾ ਦਰ ਸਿੱਧੇ ਤੌਰ 'ਤੇ ਲਗਭਗ 35 ਕਰੋੜ ਰੁਪਏ ਦੇ ਇਜ਼ਾਫੇ ਵਿੱਚ ਤਬਦੀਲ ਹੋਈ ਹੈ। ਇਹ ਅੰਕੜੇ ਇਸ ਖੇਤਰ ਦੇ ਅੰਦਰ ਸਾਡੀ ਬਿਹਤਰ ਨਿਗਰਾਨੀ ਅਤੇ ਸਖ਼ਤ ਲਾਗੂਕਰਨ ਪ੍ਰੋਟੋਕੋਲ ਦਾ ਸਿੱਧਾ ਪ੍ਰਤੀਬਿੰਬ ਹਨ।"

ਵਿੱਤ ਮੰਤਰੀ ਚੀਮਾ ਨੇ ਇਸ ਸਮੁੱਚੀ ਆਰਥਿਕ ਤਰੱਕੀ ਦਾ ਸਿਹਰਾ ਉੱਨਤ ਨਿਗਰਾਨੀ ਰਣਨੀਤੀਆਂ ਨੂੰ ਲਗਨ ਨਾਲ ਲਾਗੂ ਕਰਨ ਅਤੇ ਨਿਰਪੱਖ ਸ਼ਾਸਨ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਿੱਤਾ। ਉਨ੍ਹਾਂ ਕਿਹਾ, "ਵੈਟ ਅਤੇ ਪੀ.ਐਸ.ਡੀ.ਟੀ. ਵਿੱਚ ਇਹ ਮਜ਼ਬੂਤ ਪ੍ਰਦਰਸ਼ਨ ਤਕਨਾਲੋਜੀ-ਸੰਚਾਲਿਤ ਲਾਗੂਕਰਨ ਨੂੰ ਸਰਗਰਮ ਕਰਦਾਤਿਆਂ ਦੀਆਂ ਸਹੂਲਤਾਂ ਨਾਲ ਜੋੜਨ ਦੀ ਸਾਡੀ ਸਰਕਾਰ ਦੀ ਕੇਂਦਰਿਤ ਰਣਨੀਤੀ ਨੂੰ ਰੇਖਾਂਕਿਤ ਕਰਦਾ ਹੈ। ਅਸੀਂ ਸਰਕਾਰੀ ਮਾਲੀਏ ਦੀ ਸੁਰੱਖਿਆ ਦੇ ਉਦੇਸ਼ ਨਾਲ ਇੱਕ ਮਜ਼ਬੂਤ ਲਾਗੂਕਰਨ ਢਾਂਚਾ ਬਣਾਇਆ ਹੈ। ਮੈਂ ਪੰਜਾਬ ਦੇ ਨਾਗਰਿਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ, ਅਤੇ ਇਸਦੇ ਨਾਲ ਹੀ ਅਸੀਂ ਟੈਕਸ ਨਿਯਮਾਂ ਦੀ ਪਾਲਣਾ ਕਰਨ ਵਾਲੇ ਸਾਰੇ ਕਰਦਾਤਿਆਂ ਲਈ ਇੱਕ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਨੂੰ ਵੀ ਯਕੀਨੀ ਬਣਾਈ ਰੱਖਾਂਗੇ।"

ਚੰਡੀਗੜ੍ਹ : ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵੱਡੀ ਇਨਫੋਰਸਮੈਂਟ ਮੁਹਿੰਮ ਦਾ ਨਿਸ਼ਾਨਾ ਜਾਅਲੀ ਬਿਲਿੰਗ ਅਤੇ ਬਿਨਾਂ ਸਹੀ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਨੂੰ ਰੋਕਣਾ ਹੈ, ਜਿਸ ਵਿੱਚ ਉਲੰਘਣਾ ਕਰਨ ਵਾਲਿਆਂ 'ਤੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।

ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੇ ਅੱਜ ਇੱਕ ਵੱਡੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਉਨ੍ਹਾਂ ਕਿਹਾ, “ਇਹ ਰਣਨੀਤਕ ਕਾਰਵਾਈ ਮੁੱਖ ਤੌਰ 'ਤੇ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕਿਆਂ ਸਮੇਤ ਪ੍ਰਮੁੱਖ ਲੋਹਾ ਅਤੇ ਸਟੀਲ ਬੈਲਟ 'ਤੇ ਕੇਂਦਰਿਤ ਸੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਬਿਨਾਂ ਜਾਇਜ਼ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਅਤੇ ਜਾਅਲੀ ਬਿਲਿੰਗ ਦੀ ਗੈਰ-ਕਾਨੂੰਨੀ ਵਰਤੋਂ ਰਾਹੀਂ ਹੋ ਰਹੀ ਟੈਕਸ ਚੋਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣਾ ਸੀ।”

ਫੜੇ ਗਏ ਮਾਲ ਦੇ ਪੱਧਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਨੇ ਖੁਲਾਸਾ ਕੀਤਾ, “ਇਸ ਵਿਸ਼ੇਸ਼ ਕਾਰਵਾਈ ਦੌਰਾਨ ਬਾਰੀਕੀ ਨਾਲ ਜਾਂਚ ਕਰਨ ਲਈ ਲੋਹੇ ਦੇ ਸਕ੍ਰੈਪ ਅਤੇ ਤਿਆਰ ਸਟੀਲ ਦੇ ਮਾਲ ਦੀ ਢੋਆ-ਢੁਆਈ ਕਰਨ ਵਾਲੇ 200 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ। ਇਸ ਕਾਰਵਾਈ ਵਿੱਚ ਸ਼ਾਮਲ ਮਾਲ ਦੀ ਕੁੱਲ ਮਾਤਰਾ 1,600 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ, ਜਿਸ ਦੀ ਮਾਰਕੀਟ ਕੀਮਤ ਲਗਭਗ 5 ਕਰੋੜ ਰੁਪਏ ਹੈ। ਮੁੱਢਲੀ ਜਾਂਚ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਕਈ ਖੇਪਾਂ ਜਾਂ ਤਾਂ ਬਿਨਾਂ ਸਹੀ ਇਨਵਾਇਸ ਅਤੇ ਈ-ਵੇਅ ਬਿੱਲਾਂ ਦੇ ਲਿਜਾਈਆਂ ਜਾ ਰਹੀਆਂ ਸਨ ਜਾਂ ਉਨ੍ਹਾਂ ਨਾਲ ਸ਼ੱਕੀ ਜਾਅਲੀ ਦਸਤਾਵੇਜ਼ ਲਗਾਏ ਗਏ ਸਨ।”

ਵਿਭਾਗ ਦੀਆਂ ਅਗਲੀਆਂ ਕਾਰਵਾਈਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ, “ਜੀ.ਐਸ.ਟੀ. ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਡਿਫਾਲਟਰਾਂ ਵਿਰੁੱਧ ਅਧਿਕਾਰਤ ਤੌਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਨਤੀਜੇ ਵਜੋਂ ਲੱਗਣ ਵਾਲਾ ਜੁਰਮਾਨਾ 3 ਕਰੋੜ ਰੁਪਏ ਤੋਂ ਪਾਰ ਜਾਣ ਦੀ ਉਮੀਦ ਹੈ, ਜੋ ਕਿ ਵਿਸਤ੍ਰਿਤ ਪੜਤਾਲ ਅਤੇ ਫੈਸਲੇ 'ਤੇ ਨਿਰਭਰ ਕਰੇਗਾ।”

ਸਰਕਾਰੀ ਖਜ਼ਾਨੇ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਅੱਗੇ ਕਿਹਾ, “ਇਨਫੋਰਸਮੈਂਟ ਟੀਮਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਸਰਕਾਰੀ ਮਾਲੀਏ ਨੂੰ ਸੁਰੱਖਿਅਤ ਰੱਖਣ ਲਈ ਬਕਾਇਆ ਟੈਕਸ ਅਤੇ ਜੁਰਮਾਨੇ ਦੀ ਤੁਰੰਤ ਵਸੂਲੀ ਸਮੇਤ ਤੇਜ਼ੀ ਨਾਲ ਜਾਂਚ ਕਰਨ ਅਤੇ ਫੌਰੀ ਤੌਰ 'ਤੇ ਅਗਲੀ ਕਾਰਵਾਈ ਨੂੰ ਅੰਜਾਮ ਦੇਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ ਸਟੈਂਡ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਜਾਅਲੀ ਬਿਲਿੰਗ ਜਾਂ ਬਿਨਾਂ ਅਧਿਕਾਰਤ ਮਨਜ਼ੂਰੀ ਤੋਂ ਮਾਲ ਦੀ ਢੋਆ-ਢੁਆਈ ਰਾਹੀਂ ਟੈਕਸ ਚੋਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪੂਰੇ ਸੂਬੇ ਵਿੱਚ ਅਜਿਹੀਆਂ ਇਨਫੋਰਸਮੈਂਟ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ, ਅਤੇ ਸਾਰੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।”

ਵਿੱਤ ਮੰਤਰੀ ਨੇ ਟੈਕਸ ਚੋਰਾਂ ਨੂੰ ਆਪਣੀ ਮਰਜ਼ੀ ਨਾਲ ਕਾਨੂੰਨ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਸਖ਼ਤ ਜੁਰਮਾਨੇ ਅਤੇ ਕਾਨੂੰਨੀ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਕਰ ਵਿਭਾਗ ਟੈਕਸ ਚੋਰੀ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦੇ ਹੋਏ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗਾ ਅਤੇ ਇੱਕ ਨਿਰਪੱਖ ਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਕਾਇਮ ਰੱਖੇਗਾ।

ਚੰਡੀਗੜ੍ਹ : ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਦਾ ਵਿੱਤੀ ਲਾਭ ਵੀ ਦਿੱਤਾ ਜਾਵੇਗਾ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਫੈਸਲਾ 2025-26 ਸਾਉਣੀ ਸੀਜ਼ਨ ਦੌਰਾਨ ਛੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਗਏ ਪਾਇਲਟ ਪ੍ਰੋਜੈਕਟ ਨੂੰ ਕਿਸਾਨਾਂ ਵੱਲੋਂ ਵੱਡਾ ਹੁੰਗਾਰਾ ਮਿਲਣ ਬਾਅਦ ਲਿਆ ਗਿਆ ਹੈ। ਸ. ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਕੇ ਸੂਬੇ ‘ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਇਸ ਪ੍ਰਾਜੈਕਟ ਦੇ ਵਿਸਥਾਰ ਨੂੰ ਇੱਕ "ਨਿਰਣਾਇਕ ਕਦਮ" ਦੱਸਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਅੰਮ੍ਰਿਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਐਸਏਐਸ ਨਗਰ, ਐਸਬੀਐਸ ਨਗਰ ਅਤੇ ਤਰਨ ਤਾਰਨ ਵਿੱਚ 20,000 ਹੈਕਟੇਅਰ (50000 ਏਕੜ) ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ ਪ੍ਰਤੀ ਹੈਕਟੇਅਰ 17,500 ਰੁਪਏ ਦੀ ਸਬਸਿਡੀ ਵੀ ਦਿੱਤੀ ਜਾਵੇਗੀ। ਇਸ ਵਿੱਚੋਂ 4,500 ਰੁਪਏ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਲਾਗਤ (ਇਨਪੁੱਟ) ਬਿੱਲ ਜਮ੍ਹਾਂ ਕਰਵਾਉਣ 'ਤੇ ਜਾਰੀ ਕੀਤੇ ਜਾਣਗੇ, ਜਦੋਂਕਿ ਬਾਕੀ 13,000 ਰੁਪਏ ਲਾਜ਼ਮੀ ਜੀਓ-ਟੈਗਡ ਫ਼ਸਲ ਤਸਦੀਕ ਤੋਂ ਬਾਅਦ ਦੋ ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ।

ਸੂਬੇ ਦੇ ਭੂਮੀਗਤ ਪਾਣੀ ਦੇ ਕੀਮਤੀ ਸਰੋਤਾਂ ਨੂੰ ਬਚਾਉਣ ਲਈ ਸੂਬੇ ਦੇ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਬੀਜਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਛੁੱਕ ਕਿਸਾਨ ਸਰਕਾਰ ਦੀ ਵੈੱਬਸਾਈਟ https://agrimachinerypb.com ਉਤੇ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਇੱਕ ਲਾਜ਼ਮੀ ਜੇ-ਫਾਰਮ ਅਤੇ ਖੇਤ ਦੀ ਜੀਓ-ਟੈਗਿੰਗ ਦੀ ਲੋੜ ਹੋਵੇਗੀ ਤਾਂ ਜੋ ਇਹ ਪੁਸ਼ਟੀ ਕੀਤੀ ਜਾ ਸਕੇ ਕਿ ਬਿਨੈਕਾਰ ਕਿਸਾਨ ਨੇ ਪਿਛਲੇ ਸਾਲ ਝੋਨਾ ਲਾਇਆ ਸੀ, ਜੋ ਇਸ ਸਾਲ ਮੱਕੀ ਦੀ ਕਾਸ਼ਤ ਵੱਲ ਜਾ ਰਿਹਾ ਹੈ।

ਸ. ਖੁੱਡੀਆਂ ਨੇ ਅੱਗੇ ਦੱਸਿਆ ਕਿ ਉੱਨਤ ਕਿਸਾਨ ਪੋਰਟਲ ਰਾਹੀਂ ਤਸਦੀਕ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪਹਿਲਾ 15 ਜੁਲਾਈ ਤੋਂ 25 ਜੁਲਾਈ ਤੱਕ, ਜਿਸ ਤੋਂ ਬਾਅਦ 5 ਅਗਸਤ ਤੋਂ 15 ਅਗਸਤ, 2026 ਤੱਕ ਦੂਜਾ ਪੜਾਅ ਹੋਵੇਗਾ। ਹਰੇਕ ਤਸਦੀਕ ਤੋਂ ਬਾਅਦ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਪ੍ਰਤੀ ਹੈਕਟੇਅਰ ਕ੍ਰਮਵਾਰ 9500 ਰੁਪਏ ਅਤੇ 7500 ਰੁਪਏ ਜਾਰੀ ਕਰਨਗੇ।

ਖੇਤੀਬਾੜੀ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਤੋਂ ਲੈ ਕੇ ਤਸਦੀਕ ਤੱਕ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਲ ਕੀਤਾ ਗਿਆ ਹੈ ਤਾਂ ਜੋ ਪਾਰਦਰਸ਼ਤਾ ਅਤੇ ਯੋਗ ਤੇ ਸਹੀ ਲਾਭਪਾਤਰੀਆਂ ਨੂੰ ਸਮੇਂ ਸਿਰ ਸਬਸਿਡੀ ਦੀ ਵੰਡ ਯਕੀਨੀ ਬਣਾਇਆ ਜਾ ਸਕੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਫੀਲਡ ਸਟਾਫ ਨੂੰ ਇਸ ਯੋਜਨਾ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲੋਕ ਜਾਗਰੂਕਤਾ ਮੁਹਿੰਮਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਯਕੀਨੀ ਖ਼ਰੀਦ ਵਿਧੀ ਦੇ ਨਾਲ 17500 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਉਪਲਬਧ ਕਰਵਾ ਕੇ ਮੱਕੀ ਨੂੰ ਝੋਨੇ ਦਾ ਇੱਕ ਵਿਹਾਰਕ ਤੇ ਟਿਕਾਊ ਵਿਕਲਪ ਬਣਾਉਣ ਲਈ ਯਤਨਸ਼ੀਲ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਦੋ-ਫ਼ਸਲੀ (ਝੋਨਾ-ਕਣਕ) ਚੱਕਰ ਹੁਣ ਟਿਕਾਊ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਫ਼ਸਲ ਨੂੰ ਬਦਲਣ ਬਾਰੇ ਨਹੀਂ ਸਗੋਂ ਇਹ ਪੰਜਾਬ ਦੇ ਪਾਣੀ ਨੂੰ ਸੁਰੱਖਿਅਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਵੱਧ ਮੁਨਾਫ਼ਾ ਯਕੀਨੀ ਬਣਾਉਣ ਬਾਰੇ ਹੈ।

ਮੰਡੀ ਗੋਬਿੰਦਗੜ੍ਹ, 1 ਮਈ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਵਿਦਿਆਰਥੀਆਂ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂ-ਜਿਤਸੂ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੋਨੇ ਦੇ ਤਮਗਿਆਂ ਸਮੇਤ ਕਈ ਤਮਗੇ ਜਿੱਤੇ। ਭੋਪਾਲ ਵਿੱਚ ਐਲਐਨਸੀਟੀ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਇਸ ਮੁਕਾਬਲੇ ਵਿੱਚ ਦੇਸ਼ ਭਰ ਦੇ ਪ੍ਰਮੁੱਖ ਮਾਰਸ਼ਲ ਆਰਟ ਖਿਡਾਰੀਆਂ ਨੇ ਹਿੱਸਾ ਲਿਆ।
ਡੀਬੀਯੂ ਦੀ ਸ਼ਾਨਦਾਰ ਮੁਹਿੰਮ ਦੀ ਅਗਵਾਈ ਸੋਨੇ ਦੇ ਤਮਗਾ ਜੇਤੂ ਮਮਤਾ ਉਪਾਧਿਆਏ, ਕਾਜਲ ਪਾਂਡੇ ਅਤੇ ਪ੍ਰਮੋਦ ਨੇ ਕੀਤੀ, ਜਿਨ੍ਹਾਂ ਨੇ ਆਪਣੀਆਂ-ਆਪਣੀਆਂ ਵਜ਼ਨ ਸ਼੍ਰੇਣੀਆਂ ਵਿੱਚ ਉੱਤਮ ਤਕਨੀਕ, ਅਟੱਲ ਦ੍ਰਿੜਤਾ ਅਤੇ ਸੰਤੁਲਨ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਫਾਈਨਲ ਮੁਕਾਬਲਿਆਂ ਵਿੱਚ ਉਨ੍ਹਾਂ ਦੇ ਫੈਸਲਾਕੁਨ ਪ੍ਰਦਰਸ਼ਨ ਨੇ ਉਨ੍ਹਾਂ ਨੂੰ ਆਲ ਇੰਡੀਆ ਯੂਨੀਵਰਸਿਟੀ ਚੈਂਪੀਅਨ ਬਣਾਇਆ।
ਚਾਂਦੀ ਦੇ ਤਮਗਾ ਜੇਤੂ ਵਿਨੋਜ ਕੁਮਾਰ, ਅਰਵਿੰਦ ਦੇਵਾਸੀ ਅਤੇ ਕੁਲਦੀਪ ਨੇ ਵੀ ਜ਼ਬਰਦਸਤ ਟੱਕਰ ਦਿੱਤੀ, ਪਰ ਬਹੁਤ ਹੀ ਕਰੀਬੀ ਫਾਈਨਲਾਂ ਵਿੱਚ ਥੋੜ੍ਹੇ ਅੰਤਰ ਨਾਲ ਪਿੱਛੇ ਰਹੇ।
ਕਾਂਸੀ ਦੇ ਤਮਗੇ ਮਮਤਾ ਮੇਹਲਾ, ਤੰਨੂ, ਮੇਘਾ ਅਤੇ ਅਵਿਨਾਸ਼ ਨੇ ਜਿੱਤੇ, ਜਿਨ੍ਹਾਂ ਨੇ ਕਾਬਿਲ-ਏ-ਤਾਰੀਫ਼ ਹੌਸਲਾ ਅਤੇ ਮੁਕਾਬਲੇ ਦੀ ਭਾਵਨਾ ਦਰਸਾਈ।
ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ, ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਅਤੇ ਵਾਈਸ-ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਟੀਮ ਦੀਆਂ ਉਪਲਬਧੀਆਂ 'ਤੇ ਗਹਿਰਾ ਮਾਣ ਪ੍ਰਗਟ ਕੀਤਾ। ਉਨ੍ਹਾਂ ਨੇ ਟੀਮ ਮੈਨੇਜਰ ਮਨਦੀਪ ਕੁਮਾਰ ਅਤੇ ਕੋਚ ਰਾਹੁਲ ਨੂੰ ਵੀ ਦਿਲੋਂ ਵਧਾਈ ਦਿੱਤੀ।
ਇਹ ਉਪਲਬਧੀ ਦੇਸ਼ ਭਗਤ ਯੂਨੀਵਰਸਿਟੀ ਨੂੰ ਭਾਰਤ ਵਿੱਚ ਮਾਰਸ਼ਲ ਆਰਟ ਅਤੇ ਲੜਾਕੂ ਖੇਡਾਂ ਵਿੱਚ ਇੱਕ ਉਭਰਦੀ ਤਾਕਤ ਵਜੋਂ ਸਥਾਪਿਤ ਕਰਦੀ ਹੈ। ਖਿਡਾਰੀ ਰਾਸ਼ਟਰੀ ਪੱਧਰ 'ਤੇ ਆਪਣੀ ਛਾਪ ਛੱਡਦੇ ਹੋਏ ਵਾਪਸ ਆਏ ਅਤੇ ਉਨ੍ਹਾਂ ਦਾ ਨਾਇਕਾਂ ਵਾਂਗ ਸਵਾਗਤ ਕੀਤਾ ਗਿਆ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.