Monday, 15 June 2026

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਪਿਸਤੌਲਾਂ ਸਮਤੇ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਕਸ਼ਮੀਰ ਐਵੇਨਿਊ,ਅੰਮ੍ਰਿਤਸਰ; ਅਰੁਣ ਕੁਮਾਰ ਉਰਫ਼ ਸਾਬੂ (26) ਵਾਸੀ ਨਾਰਾਇਣਗੜ੍ਹ, ਅੰਮ੍ਰਿਤਸਰ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ (29) ਵਾਸੀ ਰੇਹਾਨਾ ਜੱਟਾਂ, ਕਪੂਰਥਲਾ ਵਜੋਂ ਹੋਈ ਹੈ। ਬਰਾਮਦ ਕੀਤੀਆਂ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਪਿਸਤੌਲ, ਤਿੰਨ .32 ਬੋਰ ਅਤੇ ਦੋ .30 ਬੋਰ ਪਿਸਤੌਲਾਂ  ਸਮੇਤ ਸੱਤ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਖ਼ਰੀਦਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ,ਜੋ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਗੈਰ-ਕਾਨੂੰਨੀ ਹਥਿਆਰਾਂ ਨੂੰ ਆਪਣੇ ਸਥਾਨਕ ਹੈਂਡਲਰਾਂ ਰਾਹੀਂ ਖੇਤਰ ਵਿੱਚ ਸਪਲਾਈ ਕਰ  ਰਹੇ ਸਨ।  ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ  ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਮੁਕੰਮਲ ਰੂਪ ਵਿੱਖ ਖ਼ਾਤਮਾ ਕੀਤਾ ਜਾ  ਸਕੇ।

ਆਪੇ੍ਰਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ ’ਤੇ ਯੋਜਨਾਬੱਧ ਆਪ੍ਰੇਸ਼ਨ ਤਹਿਤ ਪੁਲਿਸ ਟੀਮਾਂ ਨੇ ਕਾਰਵਾਈ ਕਰਦਿਆਂ ਪਹਿਲਾਂ ਦੀਪਕ ਉਰਫ਼ ਦੀਪੂ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿੱਚ ਉਸਦੀ ਨਿਸ਼ਾਨਦੇਹੀ ’ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਦੀਪਕ ਦੇ ਖੁਲਾਸੇ ’ਤੇ, ਉਸਦੇ ਦੋ ਹੋਰ ਸਾਥੀਆਂ ਅਰੁਣ ਉਰਫ਼ ਸਾਬੂ ਅਤੇ ਸੁਖਜਿੰਦਰ ਉਰਫ਼ ਸੁੱਖਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ।

ਸੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਇਹ ਗੈਰ-ਕਾਨੂੰਨੀ ਹਥਿਆਰ  ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਲਈ ਖ਼ਰੀਦੇ ਸਨ, ਜਿਸਨੂੰ ਪੁਲਿਸ ਦੀ ਮੁਸਤੈਦ ਕਾਰਵਾਈ ਨੇ ਸਫਲਤਾਪੂਰਵਕ ਟਾਲ਼ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਦੀਪਕ ਉਰਫ਼ ਦੀਪੂ ਅਤੇ ਅਰੁਣ ਉਰਫ਼ ਸਾਬੂ ਦੀ, ਪਹਿਲਾਂ ਵੀ ਇਰਾਦਾ ਕਤਲ , ਚੋਰੀ ਅਤੇ ਹੋਰ ਗੰਭੀਰ ਅਪਰਾਧਾਂ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਮੂਲੀਅਤ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 61 ਮਿਤੀ 04-04-2026 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਹੁਣ ਸੈਕਟਰ-42 ਦੇ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ/ਬਿਊਰੋ ਨਿਊਜ਼

ਚੰਡੀਗੜ੍ਹ ਵਿਚ ਲਗਾਤਾਰ ਆ ਰਹੀਆਂ ਬੰਬ ਧਮਕੀਆਂ ਦੇ ਮੱਦੇਨਜ਼ਰ ਹੁਣ ਸੈਕਟਰ-42 ਸਥਿਤ ਸਰਕਾਰੀ ਕਾਲਜ (ਵੂਮਨ) ਨੂੰ ਮਿਲੇ ਧਮਕੀ ਭਰੇ ਮੈਸੇਜ ਨੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸੋਮਵਾਰ ਸਵੇਰੇ ਪੁਲਿਸ ਕੰਟਰੋਲ ਰੂਮ ’ਤੇ ਆਏ ਇੱਕ ਮੈਸੇਜ਼ ’ਚ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਮੈਸੇਜ ਮਿਲਦਿਆਂ ਹੀ ਪੁਲਿਸ, ਬੰਬ ਸਕੁਆਡ ਅਤੇ ਡੌਗ ਸਕੁਆਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਸੁਰੱਖਿਆ ਦੇ ਮੱਦੇਨਜ਼ਰ ਕਾਲਜ ਕੈਂਪਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਵਿਦਿਆਰਥੀਆਂ ਤੇ ਸਟਾਫ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਗਿਆ। ਪੁਲਿਸ ਵਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਹਰ ਕੋਨੇ ਦੀ ਤਲਾਸ਼ੀ ਲਈ ਗਈ। ਜਾਂਚ ਦੌਰਾਨ ਕੋਈ ਵੀ ਸੰਦੇਹਜਨਕ ਵਸਤੂ ਨਹੀਂ ਮਿਲੀ, ਪਰ ਸੁਰੱਖਿਆ ਏਜੰਸੀਆਂ ਕਿਸੇ ਵੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕਰ ਰਹੀਆਂ। ਪੁਲਿਸ ਨੇ ਧਮਕੀ ਭਰੇ ਮੈਸੇਜ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸਾਇਬਰ ਟੀਮਾਂ ਨੂੰ ਵੀ ਮਾਮਲੇ ’ਚ ਜੋੜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਵਿਚ ਵੱਖ-ਵੱਖ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਨਾਲ ਸ਼ਹਿਰ ’ਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਚੰਡੀਗੜ੍ਹ : ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਸਿਰਤੋੜ ਯਤਨਾਂ ਦਾ ਹਿੱਸਾ ਹੋਵੇਗਾ।

ਅੱਜ ਨੀਦਰਲੈਂਡ ਵਿੱਚ ਨਿਵੇਸ਼ ਪ੍ਰੋਤਸਾਹਨ ਆਊਟਰੀਚ ਤਹਿਤ ਆਪਣੇ ਦੌਰੇ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਟਿਕਾਊ ਖੇਤੀਬਾੜੀ, ਫੁੱਲਾਂ ਦੀ ਖੇਤੀ ਅਤੇ ਉੱਚ-ਕੁਸ਼ਲਤਾ ਵਾਲੀਆਂ ਖੇਤੀ ਪ੍ਰਣਾਲੀਆਂ ਵਿੱਚ ਸਭ ਤੋਂ ਬਿਹਤਰ ਅਭਿਆਸਾਂ ਦਾ ਅਧਿਐਨ ਕਰਨ ਲਈ ਵਰਲਡ ਹਾਰਟੀ ਸੈਂਟਰ (ਡਬਲਯੂ.ਐਚ.ਸੀ.), ਵੈਸਟਲੈਂਡ ਅਤੇ ਵਿਸ਼ਵ ਪ੍ਰਸਿੱਧ ਕੇਯੂਕੇਨਹੌਫ, ਲਿਸੇ ਸਮੇਤ ਪ੍ਰਮੁੱਖ ਬਾਗਬਾਨੀ ਸੰਸਥਾਵਾਂ ਦੇ ਦੌਰੇ ਕੀਤੇ। ਉਨ੍ਹਾਂ ਨੇ ਪੰਜਾਬ ਵਿੱਚ ਅਜਿਹਾ ਹੀ ਕੇਂਦਰ ਸਥਾਪਤ ਕਰਨ ਦਾ ਵਿਚਾਰ ਪੇਸ਼ ਕੀਤਾ ਅਤੇ ਕਿਹਾ ਕਿ ਪ੍ਰਸਤਾਵਿਤ ਕੇਂਦਰ ਖੋਜਕਰਤਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗ ਅਤੇ ਸਰਕਾਰੀ ਭਾਈਵਾਲਾਂ ਨੂੰ ਇਕਜੁੱਟ ਕਰਕੇ ਰਾਜ ਵਿੱਚ ਨਵੀਨਤਾ, ਹੁਨਰ ਵਿਕਾਸ ਅਤੇ ਟਿਕਾਊ ਖੇਤੀਬਾੜੀ ਹੱਲਾਂ ਨੂੰ ਅਪਣਾਉਣ ਵਿੱਚ ਮਦਦ ਕਰੇਗਾ। ਵਰਲਡ ਹਾਰਟੀ ਸੈਂਟਰ, ਜੋ ਗ੍ਰੀਨਹਾਊਸ ਹੌਰਟੀਕਲਚਰ ਇਨੋਵੇਸ਼ਨ ਲਈ ਇੱਕ ਗਲੋਬਲ ਹੱਬ ਹੈ, ਵਿਖੇ ਸੀਈਓ ਪੱਕ ਵੈਨ ਹੋਲਸਟਾਈਨ ਅਤੇ ਮੈਨੇਜਰ ਇੰਟਰਨੈਸ਼ਨਲ ਬਿਜ਼ਨਸ ਲੈਨੀ ਡਿਜਕਸ਼ੂਰਨ ਵੱਲੋਂ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ ਜਿਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੰਸਥਾ ਦਾ ਵਿਆਪਕ ਦੌਰਾ ਕਰਵਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਵਿਲੱਖਣ ਅਨੁਭਵ ਸੀ ਕਿਉਂਕਿ ਉਨ੍ਹਾਂ ਨੂੰ ਨੀਦਰਲੈਂਡ ਦੇ ਗ੍ਰੀਨਹਾਊਸ ਅਤੇ ਨਿਯੰਤਰਿਤ-ਵਾਤਾਵਰਣ ਖੇਤੀ ਦੇ ਵਿਸ਼ਵ ਪ੍ਰਸਿੱਧ ਈਕੋਸਿਸਟਮ ਨਾਲ ਜਾਣੂ ਕਰਵਾਇਆ, ਜਿੱਥੇ ਤਕਨਾਲੋਜੀ, ਖੋਜ, ਸਿੱਖਿਆ, ਉਦਯੋਗ ਅਤੇ ਸਰਕਾਰ ਦੇ ਸਹਿਯੋਗੀ ਯਤਨਾਂ ਨੇ ਰਵਾਇਤੀ ਖੇਤੀ ਨੂੰ ਉੱਚ-ਉਤਪਾਦਕਤਾ ਵਾਲੀ ਅਤੇ ਟਿਕਾਊ ਖੇਤੀ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਗ੍ਰੀਨਹਾਊਸ ਅਤੇ ਉੱਨਤ ਇਨਡੋਰ ਖੇਤੀ ਪ੍ਰਣਾਲੀਆਂ ਦੀ ਪ੍ਰਭਾਵਸ਼ੀਲਤਾ ਸ਼ਾਮਲ ਹੈ, ਜੋ ਕਿ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਫਸਲਾਂ ਦੀ ਪੈਦਾਵਾਰ ਵਿੱਚ ਮਹੱਤਵਪੂਰਨ ਵਾਧਾ ਕਰਦੀਆਂ ਹਨ, ਕੀਟਨਾਸ਼ਕਾਂ 'ਤੇ ਨਿਰਭਰਤਾ ਘਟਾਉਂਦੀਆਂ ਹਨ ਅਤੇ ਰਵਾਇਤੀ ਓਪਨ-ਫੀਲਡ
ਖੇਤੀ ਦੇ ਮੁਕਾਬਲੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਪਾਣੀ ਦੀ ਖਪਤ ਵਾਲੀਆਂ ਫਸਲਾਂ ਦੇ  ਚੱਕਰ ਵਿੱਚੋਂ ਬਾਹਰ ਕੱਢਣ ਲਈ ਵਧੇਰੇ ਮਦਦਗਾਰ ਸਾਬਤ ਹੋ ਸਕਦਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਪੌਦਿਆਂ ਦੇ ਵਾਧੇ ਅਤੇ ਸਰੋਤ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਵਿੱਚ ਆਟੋਮੇਸ਼ਨ, ਰੋਬੋਟਿਕਸ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਧੁਨਿਕ ਸਿੰਚਾਈ ਪ੍ਰਣਾਲੀਆਂ ਦੀ ਭੂਮਿਕਾ ਹੈ। ਇਸ ਦੇ ਨਾਲ ਹੀ ਨਵੀਨਤਾਕਾਰੀ ਜਲ ਪ੍ਰਬੰਧਨ ਅਭਿਆਸਾਂ ਜਿਵੇਂ ਕਿ ਮੀਂਹ ਦੇ ਪਾਣੀ ਦੀ ਸੰਭਾਲ, ਸਿੰਚਾਈ ਦੇ ਪਾਣੀ ਦੀ ਮੁੜ ਵਰਤੋਂ ਅਤੇ ਨਿਯੰਤਰਿਤ ਪੌਸ਼ਟਿਕ ਡਿਲੀਵਰੀ ਪ੍ਰਣਾਲੀਆਂ ਦੀ ਭੂਮਿਕਾ ਵੀ ਜਲਵਾਯੂ ਅਨੁਸਾਰ ਖੇਤੀਬਾੜੀ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਅਹਿਮ ਹੈ । ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੇ ਜਾਣਕਾਰੀ ਦੀ ਅਦਲਾ-ਬਦਲੀ ਅਤੇ ਤਕਨਾਲੋਜੀ ਭਾਈਵਾਲੀ ਸਮੇਤ ਸਹਿਯੋਗ ਲਈ ਸੰਭਾਵਨਾਵਾਂ ਤਲਾਸ਼ਣ ਅਤੇ ਸਿਧਾਂਤਕ ਤੌਰ ’ਤੇ ਇਸ ’ਤੇ ਸਹਿਮਤੀ ਪ੍ਰਗਟਾਈ। ਇਸ ਤੋਂ ਪਹਿਲਾਂ, ਭਗਵੰਤ ਸਿੰਘ ਮਾਨ ਨੇ ਦੁਨੀਆ ਦੇ ਸਭ ਤੋਂ ਮਸ਼ਹੂਰ ਫੁੱਲਾਂ ਦੀ ਖੇਤੀ ਸਥਾਨਾਂ ਵਿੱਚੋਂ ਇੱਕ, ਕੇਉਕੇਨਹੌਫ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਇੱਕ ਵਿਲੱਖਣ ਸੰਚਾਲਨ ਮਾਡਲ ਬਾਰੇ ਜਾਣੂ ਕਰਵਾਇਆ ਗਿਆ, ਜਿੱਥੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਪਤਝੜ ਦੌਰਾਨ ਹਰ ਸਾਲ ਲਗਭਗ 70 ਲੱਖ ਫੁੱਲਾਂ ਦੇ ਬਲਬ ਉਗਾਏ ਅਤੇ ਲਗਾਏ ਜਾਂਦੇ ਹਨ। ਅਤੇ ਮਾਰਚ ਦੌਰਾਨ 7-8 ਹਫ਼ਤਿਆਂ ਲਈ  ਖਿੜਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 32 ਹੈਕਟੇਅਰ ਵਿੱਚ ਫੈਲੇ ਅਤੇ ਉਤਪਾਦਕਾਂ ਅਤੇ ਉਦਯੋਗ ਭਾਈਵਾਲਾਂ ਦੇ ਸਹਿਯੋਗ ਰਾਹੀਂ ਤਿਆਰ ਕੀਤਾ ਗਿਆ , ਕੇਉਕੇਨਹੌਫ ਇੱਕ ਉੱਚ ਸੰਰਚਿਤ, ਨਿਰਯਾਤ-ਮੁਖੀ ਬਾਗਬਾਨੀ ਮਾਡਲ ਹੈ ,ਜੋ ਉਤਪਾਦਨ, ਸੈਰ-ਸਪਾਟਾ ਅਤੇ ਵਿਸ਼ਵਵਿਆਪੀ ਮਾਰਕੀਟਿੰਗ ਨੂੰ ਏਕੀਕ੍ਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਨੇ ਪੰਜਾਬ ਨੂੰ ਫੁੱਲਾਂ ਦੀ ਖੇਤੀ ਦੇ ਕਲੱਸਟਰ ਵਿਕਸਤ ਕਰਨ, ਨਿਰਯਾਤ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਤਾਲਮੇਲ ਅਤੇ ਬਾਜ਼ਾਰ-ਅਧਾਰਤ ਪਹੁੰਚ ਰਾਹੀਂ ਖੇਤੀਬਾੜੀ-ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਸੂਝ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦੌਰਿਆਂ ਤੋਂ ਸਿੱਖਣ ਨਾਲ ਪੰਜਾਬ ਦੇ ਵਡਮੁੱਲੀ, ਤਕਨਾਲੋਜੀ-ਅਧਾਰਤ ਖੇਤੀਬਾੜੀ ਵੱਲ ਮੁੜਨ ਦੀ  ਉਮੀਦ ਹੈ, ਜਿਸ ਵਿੱਚ ਸਥਿਰਤਾ, ਉਤਪਾਦਕਤਾ ਵਧਾਉਣ ਅਤੇ ਖੇਤੀਬਾੜੀ ਅਰਥਵਿਵਸਥਾ ਦੀ ਵਿਭਿੰਨਤਾ ’ਤੇ ਧਿਆਨ ਕੇਂਦ੍ਰਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੌਰਾ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗਾ। ਰਾਜ ਦੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਸੈਕਟਰ-ਵਿਸ਼ੇਸ਼ ਨੀਤੀਆਂ ਅਤੇ ਕਾਰੋਬਾਰ ਕਰਨ ਦੀ  ਮਜ਼ਬੂਤ ਸੌਖ ਦੁਆਰਾ ਸਮਰਥਤ ਇੱਕ ਵਿਆਪਕ ਅਤੇ ਲਚਕਦਾਰ ਪ੍ਰੋਤਸਾਹਨ ਢਾਂਚਾ ਪੇਸ਼ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਉਦੇਸ਼ ਲੰਬੇ ਸਮੇਂ ਦੀ ਤਕਨਾਲੋਜੀ-ਅਗਵਾਈ ਵਾਲੀ ਭਾਈਵਾਲੀ ਬਣਾਉਣਾ, ਗਿਆਨ ਦੇ ਆਦਾਨ-ਪ੍ਰਦਾਨ ਨੂੰ ਆਸਾਨ ਬਣਾਉਣਾ ਅਤੇ ਟਿਕਾਊ ਖੇਤੀਬਾੜੀ ਲਈ ਇੱਕ ਪ੍ਰਗਤੀਸ਼ੀਲ, ਨਵੀਨਤਾ-ਅਧਾਰਤ, ਅਤੇ ਵਿਸ਼ਵ ਪੱਧਰੀ ਪ੍ਰਤੀਯੋਗੀ ਕੇਂਦਰ ਵਜੋਂ ਸਥਾਪਤ ਹੋਣਾ ਹੈ।

ਚੰਡੀਗੜ੍ਹ : ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਨੇ ਯੁਵਕਾਂ ਨੂੰ ਆਧੁਨਿਕ ਸਿੱਖਿਆ, ਨਵੀਂ ਸੋਚ ਅਤੇ ਵਿਸ਼ਵ ਪੱਧਰ ’ਤੇ ਅੱਗੇ ਵਧਾਉਣ ਦੇ ਮਕਸਦ ਨਾਲ ਕਈ ਮਹੱਤਵਪੂਰਨ ਯੋਜਨਾਵਾਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਹ ਸੰਸਥਾ ਗੁਰੂ ਨਾਨਕ ਦੇਵ ਗਲੋਬਲ ਯੂਨੀਵਰਸਿਟੀ, ਟੈਕਸਾਸ (ਅਮਰੀਕਾ) ਦੀ ਸਹਿਯੋਗੀ ਸੰਸਥਾ ਹੈ।
ਸੰਸਥਾ ਵੱਲੋਂ ਸ਼ੁਰੂ ਕੀਤੀਆਂ ਮੁੱਖ ਯੋਜਨਾਵਾਂ ਵਿੱਚ ਉੱਚ ਸਿੱਖਿਆ ਲਈ ਵਿਸ਼ੇਸ਼ ਤਾਲੀਮ ਪ੍ਰੋਗਰਾਮ, ਅਰਧ-ਚਾਲਕ ਤਕਨਾਲੋਜੀ ਨਾਲ ਸੰਬੰਧਤ ਕੋਰਸ, ਕਿਸਾਨਾਂ ਲਈ ਫਸਲ ਸੁਰੱਖਿਆ ਯੋਜਨਾ ਅਤੇ ਇੱਕ ਅੰਤਰਰਾਸ਼ਟਰੀ ਸਮਾਗਮ ਦਾ ਆਯੋਜਨ ਸ਼ਾਮਲ ਹੈ।
ਉੱਚ ਸਿੱਖਿਆ ਦੇ ਖੇਤਰ ਵਿੱਚ ਸ਼ੁਰੂ ਕੀਤੇ ਗਏ ਵਿਸ਼ੇਸ਼ ਤਾਲੀਮੀ ਪ੍ਰੋਗਰਾਮ ਹੇਠ ਸਨਾਤਕੋਤਰ ਵਿਦਿਆਰਥੀਆਂ ਨੂੰ ਤਿੰਨ ਪੜਾਅਾਂ ਵਿੱਚ ਤਿਆਰੀ ਕਰਵਾਈ ਜਾਵੇਗੀ। ਇਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਨਵੀਂ ਸੋਚ, ਟਿਕਾਊ ਵਿਕਾਸ ਅਤੇ ਉਦਯਮਤਾ ਦੀ ਸਮਝ ਵਿਕਸਿਤ ਕਰਨਾ ਹੈ, ਤਾਂ ਜੋ ਉਹ ਜ਼ਿੰਮੇਵਾਰ ਅਤੇ ਪ੍ਰਭਾਵਸ਼ਾਲੀ ਨੇਤ੍ਰਿਤਵ ਦੇਣ ਯੋਗ ਬਣ ਸਕਣ।
ਅਰਧ-ਚਾਲਕ ਤਕਨਾਲੋਜੀ ਨਾਲ ਸੰਬੰਧਤ ਕੋਰਸ ਰਾਹੀਂ ਯੁਵਕਾਂ ਨੂੰ ਚਿੱਪ ਡਿਜ਼ਾਈਨ, ਨਿਰਮਾਣ ਅਤੇ ਉੱਚ ਪੱਧਰੀ ਉਤਪਾਦਨ ਤਕਨੀਕਾਂ ਵਿੱਚ ਨਿਪੁੰਨ ਬਣਾਇਆ ਜਾਵੇਗਾ। ਇਸ ਨਾਲ ਦੇਸ਼ ਦੀ ਤਕਨੀਕੀ ਲੋੜਾਂ ਪੂਰੀਆਂ ਹੋਣ ਦੇ ਨਾਲ-ਨਾਲ ਯੁਵਕਾਂ ਲਈ ਰੋਜ਼ਗਾਰ ਦੇ ਵਧੀਆ ਮੌਕੇ ਵੀ ਪੈਦਾ ਹੋਣਗੇ।
ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਫਸਲ ਸੁਰੱਖਿਆ ਲਈ ਖਾਸ ਯੋਜਨਾ ਸ਼ੁਰੂ ਕੀਤੀ ਗਈ ਹੈ। ਹਾਲ ਹੀ ਵਿੱਚ ਬੇਮੌਸਮੀ ਮੀਂਹ ਅਤੇ ਗੜ੍ਹੇ ਕਾਰਨ ਦੇਸ਼ ਦੇ ਕਈ ਰਾਜਾਂ ਵਿੱਚ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਯੋਜਨਾ ਤਹਿਤ ਸਸਤੀ ਅਤੇ ਵਾਤਾਵਰਣ-ਮਿੱਤਰ ਸਮੱਗਰੀ ਨਾਲ ਅਜਿਹੇ ਸੁਰੱਖਿਆ ਸਾਧਨ ਤਿਆਰ ਕੀਤੇ ਜਾਣਗੇ, ਜੋ ਫਸਲਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਉਣ ਵਿੱਚ ਮਦਦਗਾਰ ਸਾਬਤ ਹੋਣਗੇ।
ਇਸ ਤੋਂ ਇਲਾਵਾ, ਸੰਸਥਾ ਵੱਲੋਂ ਸਾਲ 2026 ਵਿੱਚ ਭਾਰਤ ਵਿੱਚ ਇੱਕ ਵੱਡੇ ਅੰਤਰਰਾਸ਼ਟਰੀ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਵੱਖ-ਵੱਖ ਦੇਸ਼ਾਂ ਦੇ ਵਿਦਵਾਨ, ਉਦਯੋਗ ਜਗਤ ਨਾਲ ਜੁੜੇ ਵਿਅਕਤੀ, ਨੀਤੀ-ਨਿਰਧਾਰਕ ਅਤੇ ਵਾਤਾਵਰਣ ਮਾਹਿਰ ਹਿੱਸਾ ਲੈਣਗੇ। ਇਹ ਸਮਾਗਮ ਗਿਆਨ ਦੇ ਆਦਾਨ-ਪ੍ਰਦਾਨ ਅਤੇ ਸਹਿਯੋਗ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਮਕਸਦ ਯੁਵਕਾਂ ਨੂੰ ਸਹੀ ਦਿਸ਼ਾ ਦੇਣਾ ਅਤੇ ਉਨ੍ਹਾਂ ਨੂੰ ਦੇਸ਼ ਤੇ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖੇਗੀ, ਜਿਨ੍ਹਾਂ ਨਾਲ ਸਿੱਖਿਆ, ਨਵੀਨਤਾ ਅਤੇ ਸਮਾਜ ਸੇਵਾ ਨੂੰ ਹੋਰ ਮਜ਼ਬੂਤੀ ਮਿਲੇਗੀ।
ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਨੇ ਇੱਕ ਵਾਰ ਫਿਰ ਮੁੱਲ-ਅਧਾਰਿਤ ਸਿੱਖਿਆ ਅਤੇ ਮਨੁੱਖਤਾ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ।

ਚੰਡੀਗੜ੍ਹ, 20 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਲਈ 728.48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲਿਆ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਬਣ ਕੇ ਉਭਰੀ ਹੈ, ਜਿਸ ਨਾਲ ਧੀਆਂ ਦੇ ਵਿਆਹ ਸਮੇਂ ਪਰਿਵਾਰਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਕੇਵਲ ਆਰਥਿਕ ਸਹਾਇਤਾ ਦੇਣਾ ਹੀ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ-ਸਨਮਾਨ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਵੀ ਹੈ।

ਮੰਤਰੀ ਨੇ ਦੱਸਿਆ ਕਿ ਕੋਈ ਵੀ ਪਰਿਵਾਰ ਜੋ ਪੰਜਾਬ ਦਾ ਪੱਕਾ ਨਿਵਾਸੀ ਹੋਵੇ ਅਤੇ ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਵੇ, ਅਤੇ ਜੋ ਅਨੁਸੂਚਿਤ ਜਾਤੀਆਂ, ਪੱਛੜੇ ਵਰਗਾਂ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ, ਉਹ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹੈ। ਉਨ੍ਹਾਂ ਹੋਰ ਦੱਸਿਆ ਕਿ ਇੱਕ ਪਰਿਵਾਰ ਦੀਆਂ ਦੋ ਧੀਆਂ ਦੇ ਵਿਆਹ ਲਈ ਇਸ ਸਕੀਮ ਤਹਿਤ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਿਸੇ ਗਰੀਬ ਪਰਿਵਾਰ ਦੀ ਧੀ ਦਾ ਵਿਆਹ ਹੁੰਦਾ ਹੈ ਤਾਂ ਮਾਪਿਆਂ ਲਈ ਇਹ ਖੁਸ਼ੀ ਦੇ ਨਾਲ ਨਾਲ ਚਿੰਤਾ ਦਾ ਵੀ ਸਮਾਂ ਹੁੰਦਾ ਹੈ, ਪਰ ਪੰਜਾਬ ਸਰਕਾਰ ਦੀ ਅਸ਼ੀਰਵਾਦ ਸਕੀਮ ਨੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਘਟਾ ਕੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ੀਆਂ ਦੇ ਦੀਵੇ ਜਗਾਏ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਮਾਪਿਆਂ ਲਈ ਇੱਕ ਮਜ਼ਬੂਤ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਨੂੰ ਇੱਜ਼ਤ, ਸਨਮਾਨ ਅਤੇ ਖੁਸ਼ਹਾਲ ਭਵਿੱਖ ਨਾਲ ਵਿਦਾ ਕਰਨ ਦੇ ਯੋਗ ਬਣ ਰਹੇ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਯੋਗ ਲਾਭਪਾਤਰੀ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਰਜ਼ੀਆਂ ਦੇ ਨਿਪਟਾਰੇ ਵਿੱਚ ਦੇਰੀ ਨਾ ਕੀਤੀ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਸਕੀਮਾਂ ਰਾਹੀਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਧੀ ਦੇ ਚਿਹਰੇ 'ਤੇ ਮੁਸਕਾਨ ਲਿਆਉਣਾ ਅਤੇ ਹਰ ਪਰਿਵਾਰ ਨੂੰ ਮਜ਼ਬੂਤ ਬਣਾਉਣਾ ਹੈ।

ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਕੇਸਾਂ ਵਿੱਚ ਕਾਫ਼ੀ ਪ੍ਰਗਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜੰਗਾਂ ਦੌਰਾਨ ਸ਼ਹੀਦ ਹੋਏ ਜਿਆਦਾਤਰ ਸੈਨਿਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਖਾਲੀ ਅਸਾਮੀਆਂ ਨੂੰ ਭਰਨ ਲਈ ਕਾਰਵਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਵਿਭਾਗੀ ਬਜਟ ਅਤੇ ਹੋਰ ਅਹਿਮ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪੜੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਕਰਦਿਆਂ ਆਪਣੀ ਜਾਨ ਨਿਓਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਪ੍ਰਤੀ ਪੰਜਾਬ ਸਰਕਾਰ ਪੂਰੀ ਸ਼ਰਧਾ ਅਤੇ ਸਤਿਕਾਰ ਰੱਖਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਕਰੀਬ 11 ਸਾਲਾਂ ਬਾਅਦ ਸਖਤ ਸਜ਼ਾਵਾਂ ਵਾਲਾ ਕਾਨੂੰਨ ਅਮਲ ’ਚ ਆਇਆ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਅੱਜ 20 ਅਪ੍ਰੈਲ ਦਿਨ ਸੋਮਵਾਰ ਨੂੰ ‘ਜਾਗਤ ਜੋਤ ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸਦੇ ਨਾਲ ਹੀ ਬੇਅਦਬੀ ਵਿਰੁੱਧ ਕਾਨੂੰਨ ਅੱਜ ਤੋਂ ਹੀ ਅਮਲ ’ਚ ਆ ਗਿਆ ਹੈ। ਪੰਜਾਬ ਦੇ ਰਾਜਪਾਲ ਨੇ ਲੰਘੀ 18 ਅਪਰੈਲ ਨੂੰ ਇਸ ਸੋਧ ਬਿੱਲ ਨੂੰ ਸਹਿਮਤੀ ਦੇ ਦਿੱਤੀ ਸੀ। ਪੰਜਾਬ ਦੇ ਕਾਨੂੰਨੀ ਤੇ ਵਿਧਾਨਿਕ ਮਾਮਲਿਆਂ ਬਾਰੇ ਵਿਭਾਗ ਨੇ ਅੱਜ ਇਸ ਐਕਟ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਸੂਬਾ ਸਰਕਾਰ ਨੇ ਬੇਅਦਬੀ ਵਿਰੁੱਧ ਕਾਨੂੰਨ ਨੂੰ ਲਾਗੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ’ਚ ਸਾਲ 2015 ਦੌਰਾਨ ਫਰੀਦਕੋਟ ਜ਼ਿਲ੍ਹੇ ’ਚ ਬੇਅਦਬੀ ਦੀਆਂ ਘਟਨਾਵਾਂ ਤੇਜ਼ੀ ਨਾਲ ਸ਼ੁਰੂ ਹੋਈਆਂ ਸਨ ਅਤੇ ਹੁਣ ਤੱਕ ਸੂਬੇ ’ਚ 597 ਬੇਅਦਬੀ ਦੇ ਕੇਸ ਸਾਹਮਣੇ ਆ ਚੁੱਕੇ ਹਨ। ਗਿਆਰਾਂ ਸਾਲਾਂ ਮਗਰੋਂ ਸਖ਼ਤ ਸਜ਼ਾਵਾਂ ਵਾਲਾ ਬੇਅਦਬੀ ਵਿਰੁੱਧ ਕਾਨੂੰਨ ਅਮਲ ’ਚ ਆਇਆ ਹੈ। 

 

 

ਬੇਅਦਬੀ ਵਿਰੁੱਧ ਕਾਨੂੰਨ ਬਣਨ ’ਤੇ ਸੰਤ ਸੀਚੇਵਾਲ ਨੇ ਸਿੱਖ ਜਗਤ ਨੂੰ ਦਿੱਤੀ ਵਧਾਈ

ਜਲੰਧਰ/ਬਿਊਰੋ ਨਿਊਜ਼

ਪੰਜਾਬ ਵਿਚ ਬੇਅਦਬੀ ਵਿਰੁੱਧ ਕਾਨੂੰਨ ਲਾਗੂ ਹੋ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਤੋਂ ਰਾਜ ਸਭਾ ਮੈਂਬਰ ਤੇ ਉਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੰਘੀ 13 ਅਪ੍ਰੈਲ ਨੂੰ ਪੰਜਾਬ ਦੀ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਜਿਹੜਾ ਸੋਧ ਬਿੱਲ ਪਾਸ ਕੀਤਾ ਸੀ, ਉਸ ਬਿੱਲ ’ਤੇ ਪੰਜਾਬ ਦੇ ਰਾਜਪਾਲ ਵੱਲੋਂ ਦਸਤਖ਼ਤ ਕੀਤੇ ਜਾਣ ਨਾਲ ਇਸ ਬਿੱਲ ਨੇ ਹੁਣ ਕਾਨੂੰਨ ਦਾ ਰੂਪ ਲੈ ਲਿਆ ਹੈ। ਇਸ ਨਾਲ ਬੇਅਦਬੀ ਕਰਨ ਵਾਲੇ ਨੂੰ ਉਮਰਕੈਦ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਲਾਇਆ ਜਾਵੇਗਾ। ਸੰਤ ਸੀਚੇਵਾਲ ਨੇ ਇਸ ਬਿੱਲ ਤੇ ਰਾਜਪਾਲ ਪੰਜਾਬ ਦੀ ਮੋਹਰ ਲੱਗਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਨੇ ਸਮੁੱਚੇ ਪੰਥ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ 11 ਸਾਲ ਬੀਤ ਜਾਣ ’ਤੇ ਵੀ ਬੇਅਦਬੀ ਕਰਨ ਅਤੇ ਕਰਵਾਉਣ ਵਾਲਿਆਂ ਦੇ ਮਨ ਵਿੱਚ ਕਾਨੂੰਨ ਦਾ ਡਰ ਨਹੀਂ ਸੀ।

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਨੇ ਅਧਿਕਾਰਤ ਤੌਰ 'ਤੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ' ਲਾਗੂ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਵਿਵਸਥਾ ਵਾਲੇ ਇਸ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਕਦਮ ਨੂੰ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਅਤੇ ਧਾਰਮਿਕ ਗ੍ਰੰਥਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਇੱਕ ਫੈਸਲਾਕੁੰਨ ਕਦਮ ਦੱਸਿਆ। ਉਨ੍ਹਾਂ ਅੱਗੇ ਕਿਹਾ, "ਇਤਿਹਾਸ ਇੱਕ ਪਰੇਸ਼ਾਨ ਕਰਨ ਵਾਲੇ ਪੈਟਰਨ ਨੂੰ ਦਰਸਾਉਂਦਾ ਹੈ ਜਿੱਥੇ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਖਾਸ ਤੌਰ 'ਤੇ 1986 ਦੀ ਨਕੋਦਰ ਘਟਨਾ ਅਤੇ 2015 ਦੇ ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ਦਾ ਹਵਾਲਾ ਦਿੱਤਾ ਜਾ ਸਕਦਾ ਹੈ।"

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਇਨਸਾਫ਼ ਯਕੀਨੀ ਬਣਾਉਣ ਵਿੱਚ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ, "ਪਿਛਲੀਆਂ ਸਰਕਾਰਾਂ ਅਧੀਨ ਵੱਖ-ਵੱਖ ਕਮਿਸ਼ਨਾਂ ਅਤੇ ਵਿਸ਼ੇਸ਼ ਜਾਂਚ ਟੀਮਾਂ ਦੇ ਗਠਨ ਦੇ ਬਾਵਜੂਦ, ਕਾਰਵਾਈ ਰਿਪੋਰਟਾਂ ਵਰਗੇ ਅਹਿਮ ਸਬੂਤ ਗਾਇਬ ਹੋ ਗਏ ਅਤੇ ਜਾਂਚ ਫਾਈਲਾਂ ਧੂੜ ਫੱਕਦੀਆਂ ਰਹੀਆਂ, ਜਿਸ ਨਾਲ ਦੋਸ਼ੀਆਂ ਅਤੇ ਸਾਜ਼ਿਸ਼ਕਰਤਾ ਕਾਨੂੰਨ ਤੋਂ ਬਚਦੇ ਰਹੇ।"

2022 ਤੋਂ ਆਏ ਬਦਲਾਅ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, "ਭਗਵੰਤ ਮਾਨ ਸਰਕਾਰ ਨੇ ਦਹਾਕਿਆਂ ਤੋਂ ਰੁਕੀਆਂ ਪਈਆਂ ਜਾਂਚਾਂ ਨੂੰ ਤੇਜ਼ ਕਰਨ ਲਈ ਅਣਥੱਕ ਯਤਨ ਕੀਤੇ। ਪਹਿਲੀ ਵਾਰ, ਉੱਚ-ਪੱਧਰ ਦੀਆਂ ਸ਼ਖਸੀਅਤਾਂ, ਜਿਨ੍ਹਾਂ ਨੂੰ ਪਹਿਲਾਂ ਸਿਆਸੀ ਸੁਰੱਖਿਆ ਪ੍ਰਾਪਤ ਸੀ, ਨੂੰ ਅਦਾਲਤਾਂ ਤੋਂ ਅਗਾਊਂ ਜ਼ਮਾਨਤ ਲੈਣ ਲਈ ਮਜਬੂਰ ਹੋਣਾ ਪਿਆ ਹੈ।"

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰ ਦੋਸ਼ੀ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ, ਚਾਹੇ ਉਸਦਾ ਸਮਾਜਿਕ ਜਾਂ ਰਾਜਨੀਤਿਕ ਕੱਦ ਕੁਝ ਵੀ ਹੋਵੇ।

ਕਾਨੂੰਨ ਦੀਆਂ ਵਿਵਸਥਾਵਾਂ ਬਾਰੇ ਦੱਸਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਨਵਾਂ ਬਣਾਇਆ ਗਿਆ ਕਾਨੂੰਨ ਵਿਆਪਕ ਅਤੇ ਠੋਸ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਦੋਸ਼ੀਆਂ ਦੇ ਇਨਸਾਫ਼ ਤੋਂ ਬਚਣ ਲਈ ਕੋਈ ਖਾਮੀ ਨਹੀਂ ਛੱਡੀ ਗਈ। ਇਹ ਐਕਟ ਨਾ ਸਿਰਫ਼ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਉਂਦਾ ਹੈ ਜੋ ਸਰੀਰਕ ਤੌਰ 'ਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਬਲਕਿ ਮਾਸਟਰਮਾਈਂਡਾਂ ਅਤੇ ਸਾਜ਼ਿਸ਼ਕਰਤਾਵਾਂ ਨੂੰ ਵੀ ਘੇਰੇ ਵਿੱਚ ਲਿਆਉਂਦਾ ਹੈ।"

ਉਨ੍ਹਾਂ ਅੱਗੇ ਕਿਹਾ, "ਇਸ ਤੋਂ ਇਲਾਵਾ, ਇਹ ਕਾਨੂੰਨ ਮੁਕੱਦਮੇ ਤੋਂ ਬਚਣ ਲਈ ਵਰਤੇ ਜਾਂਦੇ 'ਮਾਨਸਿਕ ਅਸਥਿਰਤਾ' ਦੇ ਆਮ ਬਚਾਅ ਨੂੰ ਵੀ ਸੰਬੋਧਿਤ ਕਰਦਾ ਹੈ। ਨਵੀਆਂ ਵਿਵਸਥਾਵਾਂ ਦੇ ਤਹਿਤ, ਜੇਕਰ ਕਿਸੇ ਸਰਪ੍ਰਸਤ ਦੀ ਦੇਖਭਾਲ ਅਧੀਨ ਕੋਈ ਵਿਅਕਤੀ ਅਜਿਹੀ ਹਰਕਤ ਕਰਦਾ ਹੈ, ਤਾਂ ਸਰਪ੍ਰਸਤ ਜਾਂ ਦੇਖਭਾਲ ਕਰਨ ਵਾਲੇ ਨੂੰ ਵੀ ਲਾਪਰਵਾਹੀ ਲਈ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ, ਜਿਸ ਨਾਲ ਪਵਿੱਤਰ ਗ੍ਰੰਥ ਦੀ ਸੁਰੱਖਿਆ ਲਈ ਉੱਚ ਪੱਧਰੀ ਜਵਾਬਦੇਹੀ ਯਕੀਨੀ ਬਣਦੀ ਹੈ।"

ਆਪਣੇ ਸੰਬੋਧਨ ਦੀ ਸਮਾਪਤੀ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਕਾਨੂੰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਗਈ ਇੱਕ ਵੱਡੀ ਗਾਰੰਟੀ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ। ਜਿੱਥੇ ਪਿਛਲੀਆਂ ਸਰਕਾਰਾਂ ਨੇ ਮਿਲ ਕੇ ਕਮਜ਼ੋਰ ਕਾਨੂੰਨ ਬਣਾਏ ਜੋ ਕਾਨੂੰਨੀ ਪੜਤਾਲ ਵਿੱਚ ਖਰੇ ਨਹੀਂ ਉਤਰ ਸਕੇ, ਉੱਥੇ ਹੀ ਭਗਵੰਤ ਮਾਨ ਸਰਕਾਰ ਨੇ ਇੱਕ ਮਜ਼ਬੂਤ ਕਾਨੂੰਨੀ ਢਾਂਚਾ ਪ੍ਰਦਾਨ ਕੀਤਾ ਹੈ।"
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, "ਇਹ ਐਕਟ ਪੰਜਾਬ ਦੀ ਸ਼ਾਂਤੀ ਅਤੇ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੀਆਂ ਕਿਸੇ ਵੀ ਤਾਕਤਾਂ ਲਈ ਇੱਕ ਸਖ਼ਤ ਚੇਤਾਵਨੀ ਵਜੋਂ ਕੰਮ ਕਰਦਾ ਹੈ, ਜੋ ਇੱਕ ਅਜਿਹੇ ਨਵੇਂ ਯੁੱਗ ਦਾ ਸੰਕੇਤ ਦਿੰਦਾ ਹੈ ਜਿੱਥੇ ਰਾਜ ਦੀ ਪੂਰੀ ਤਾਕਤ ਦੁਆਰਾ ਧਾਰਮਿਕ ਆਸਥਾ ਦੇ ਮਾਣ ਦੀ ਰੱਖਿਆ ਕੀਤੀ ਜਾਂਦੀ ਹੈ।"
------------

24 ਅਪ੍ਰੈਲ ਤੱਕ ਮੌਸਮ ਅਜਿਹਾ ਹੀ ਰਹਿਣ ਦੇ ਸੰਕੇਤ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਅਤੇ ਚੰਡੀਗੜ੍ਹ ਵਿਚ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਹੀਟਵੇਵ ਦਾ ਯੈਲੋ ਅਲਰਟ ਕੀਤਾ ਹੈ। ਇਸ ਦੌਰਾਨ ਲੁਧਿਆਣਾ, ਸੰਗਰੂਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਹੀਟ ਵੇਵ ਚਲੇਗੀ। ਇਸ ਤਰ੍ਹਾਂ ਦਾ ਮੌਸਮ ਲਗਾਤਾਰ 24 ਅਪ੍ਰੈਲ ਤੱਕ ਰਹਿਣ ਦਾ ਅਨੁਮਾਨ ਹੈ। ਇਸੇ ਦੌਰਾਨ ਕੁਝ ਸਥਾਨਾਂ ’ਤੇ ਰਾਤਾਂ ਸਮੇਂ ਵੀ ਗਰਮੀ ਰਹਿਣ ਦੀ ਸੰਭਾਵਨਾ ਹੈ। ਸਭ ਤੋਂ ਜ਼ਿਆਦਾ ਤਾਪਮਾਨ ਬਠਿੰਡਾ ਵਿਚ 41.3 ਡਿਗਰੀ ਅਤੇ ਚੰਡੀਗੜ੍ਹ ਵਿਚ 39.9 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਦੇ ਸਿਹਤ ਵਿਭਾਗ ਵਲੋਂ ਸੂਬੇ ਦੀ ਜਨਤਾ ਲਈ ਹਸਪਤਾਲਾਂ ਵਿਚ ਹੀਟ ਸਟਰੋਕ ਸਥਾਪਿਤ ਕੀਤੇ ਗਏ ਹਨ। ਸਿਹਤ ਵਿਭਾਗ ਨੇ ਪੰਜਾਬ ਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਦੁਪਹਿਰ ਸਮੇਂ ਬਿਨਾ ਕੰਮ ਤੋਂ ਘਰਾਂ ਤੋਂ ਬਾਹਰ ਨਾ ਜਾਓ ਅਤੇ ਜੇਕਰ ਸਿਹਤ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤੁਰੰਤ ਹਸਪਤਾਲ ਪਹੁੰਚ ਕੇ ਡਾਕਟਰ ਨੂੰ ਚੈਕ ਜ਼ਰੂਰ ਕਰਵਾਉ।

ਚੰਡੀਗੜ੍ਹ/ਟਾਂਡਾ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਹੋਈ 28 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ‘ਚੋਂ 24 ਲੱਖ ਮੀਟਰਿਕ ਟਨ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ।

ਦਾਣਾ ਮੰਡੀ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਸੰਬੰਧਤ  ਅਧਿਕਾਰੀਆਂ ਸਮੇਤ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੇੜਲੇ ਪਿੰਡ ਬਸਤੀ ਦੇ ਕਿਸਾਨ ਜੈਲ਼ਾ ਦੀ ਢੇਰੀ ਦੀ ਖ਼ਰੀਦ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਜਿਸ ਕਰਕੇ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ । ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਬਦਲੇ ਘੱਟੋ-ਘੱਟ ਸਮਰਥਨ ਮੁੱਲ 2585 ਦੇ ਹਿਸਾਬ ਨਾਲ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 647 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ ਜਿਸ ਦੇ ਸਿੱਟੇ ਵਜੋਂ ਮੰਡੀਆਂ ਵਿਚ ਨਿਰਵਿਘਨ ਖ਼ਰੀਦ ਜਾਰੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਖਰੀਦ ਦੇ 48 ਘੰਟਿਆਂ ਵਿੱਚ ਕਿਸਾਨਾਂ ਨੂੰ ਬਣਦੀਆਂ ਅਦਾਇਗੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੇ ਨਾਲ ਜੀ ਲਿਫਟਿੰਗ ਵੀ ਤੇਜ਼ ਹੋ ਰਹੀ ਹੈ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਮੰਡੀਆਂ ਵਿਚ ਬਾਰਦਾਨਾ, ਮੰਡੀ ਲੇਬਰ ਅਤੇ ਢੋਆ-ਢੁਆਈ ਦੇ ਪ੍ਰਬੰਧਾਂ ਦੀ ਗੱਲ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਅਮਲ ਵਿਚ ਹਨ ਅਤੇ ਕਣਕ ਦੀ ਖਰੀਦ ਸੁਚੱਜੇ ਢੰਗ ਨਾਲ ਜਾਰੀ ਹੈ। ਉਨ੍ਹਾਂ ਨੇ ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਿਸਾਨਾਂ ਦੀ ਫਸਲ ਘੱਟੋ-ਘੱਟ ਸਮੇਂ ਵਿਚ ਖਰੀਦ ਕੇ ਨਿਰਧਾਰਤ ਸਮੇਂ ਵਿਚ ਉਨ੍ਹਾਂ ਦੇ ਖਾਤਿਆਂ ਵਿਚ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ । ਕੈਬਿਨਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਗੋਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਰਾਹੀਂ ਉਪਲਬਧ ਮਸ਼ੀਨਰੀ ਨਾਲ ਇਸ   ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ।

ਪਿਛਲੇ ਦਿਨੀ ਬੇਮੌਸਮੀ ਬਰਸਾਤ ਕਾਰਨ ਫ਼ਸਲ ਨੂੰ ਹੋਏ ਨੁਕਸਾਨ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦੇ ਦਿੱਤੇ ਸਨ ਅਤੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਨੂੰ ਪਿਛਲੇ ਸਾਲਾਂ ਵਾਂਗ ਸੁਚੱਜੇ ਢੰਗ ਨਾਲ ਨਾਲੋ-ਨਾਲ ਖ਼ਰੀਦ ਕੇ ਲਿਫ਼ਟ ਕਰਵਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਲਗਾਤਾਰ ਕਿਸਾਨਾਂ ਦੀ ਬਾਂਹ ਫੜੀ ਹੈ ਅਤੇ ਕਈ ਵੱਡੇ ਕਿਸਾਨ ਪੱਖੀ ਫ਼ੈਸਲੇ ਲਏ ਹਨ ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖਰੀਦ ਬਦਲੇ ਨਿਰਧਾਰਤ ਸਮੇਂ ਦੇ ਵਿੱਚ-ਵਿੱਚ ਅਦਾਇਗੀਆਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਤਾਕੀਦ ਕੀਤੀ ਗਈ ਹੈ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਜ਼ਿਲਾ ਹੁਸ਼ਿਆਰਪੁਰ ਵਿਚ  ਕੁੱਲ 78  ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚੋਂ 65 ਮੰਡੀਆਂ ਪੱਕੀਆਂ ਅਤੇ 13 ਥਾਵਾਂ ‘ਤੇ ਖ਼ਰੀਦ ਦੇ ਆਰਜ਼ੀ ਪਬੰਧ ਕੀਤੇ ਗਏ ਹਨ ਜਦਕਿ ਜ਼ਿਲੇ ਵਿਚ ਕੁੱਲ 316000 ਮੀਟਰਿਕ ਟਨ ਕੜਕ ਦੀ ਆਮਦ ਦੀ ਸੰਭਾਵਨਾ ਹੈ।

ਇਸ ਮੌਕੇ ਐਸ.ਡੀ. ਐਮ. ਲਵਪ੍ਰੀਤ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ, ਮਾਰਕਿਟ ਕਮੇਟੀ ਸਕੱਤਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਸਪਲਾਈ ਰਜਨੀਸ਼ ਕੁਮਾਰੀ, ਡੀ. ਐਫ. ਐਸ.ਸੀ. ਪ੍ਰੀਤਕਮਲ ਸੂਦ ਆਦਿ ਵੀ ਮੌਜੂਦ ਸਨ।

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੀਤੀ ਜਾ ਰਹੀ ਹੱਦਬੰਦੀ ਨਾਲ ਦੱਖਣੀ ਭਾਰਤੀ ਰਾਜਾਂ ਦੀ ਨੁਮਾਇੰਦਗੀ ਘਟ ਜਾਵੇਗੀ। ਇਸ ਰਾਹੀਂ ਉਤਰ ਭਾਰਤ ਦੇ ਕੁਝ ਰਾਜਾਂ ਵਿਚ ਹੀ ਜਿੱਤ ਦਰਜ ਕਰਵਾ ਕੇ ਕੇਂਦਰ ਵਿਚ ਸਰਕਾਰ ਲਿਆਂਦੀ ਜਾ ਸਕਦੀ ਹੈ। ਇਸਦੇ ਚੱਲਦਿਆਂ ਉਤਰ ਪ੍ਰਦੇਸ਼ ਵਿਚ ਲੋਕ ਸਭਾ ਦੀਆਂ ਸੀਟਾਂ 80 ਤੋਂ ਵਧ ਕੇ 140 ਹੋ ਜਾਣਗੀਆਂ। ਇਸੇ ਤਰ੍ਹਾਂ ਬਿਹਾਰ ਵਿਚ 39 ਅਤੇ ਰਾਜਸਥਾਨ ਵਿਚ 25 ਸੀਟਾਂ ਵਧਣਗੀਆਂ, ਜਦੋਂਕਿ ਤਾਮਿਲਨਾਡੂ ਵਿਚ ਸਿਰਫ 12 ਸੀਟਾਂ ਹੀ ਵਧਣਗੀਆਂ। ਰਾਜਾ ਵੜਿੰਗ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਆਰ.ਐਸ.ਐਸ. ਮਨੂ ਸਮਿ੍ਰਤੀ ਦੇ ਤਹਿਤ ਰਾਜਾਂ ਦੀਆਂ ਸੀਟਾਂ ਵਧਾ ਕੇ ਭਾਜਪਾ ਇਸਦਾ ਫਾਇਦਾ ਲੈਣਾ ਚਾਹੁੰਦੀ ਹੈ। ਵੜਿੰਗ ਨੇ ਕਿਹਾ ਕਿ ਭਾਜਪਾ ਦੇ ਕਹਿਣ ਅਤੇ ਕਰਨ ਵਿਚ ਵੱਡਾ ਅੰਤਰ ਹੈ ਅਤੇ ਹੱਦਬੰਦੀ ਲੋਕਤੰਤਰ ’ਤੇ ਹਮਲਾ ਹੈ।

 

 

ਚੰਡੀਗੜ੍ਹ / ਨੰਗਲ : ਪੰਜਾਬ ਦੇ ਵਿੱਤ, ਟਰਾਂਸਪੋਰਟ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਦਰਸਾਏ ਮਾਰਗ 'ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਤੁਰੰਤ ਬਾਅਦ ਹਰ ਸਰਕਾਰੀ ਦਫ਼ਤਰ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਗਈਆਂ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਨਵੇਂ ਮਾਪਦੰਡ ਸਥਾਪਿਤ ਕਰ ਰਹੇ ਹਨ ਜਦਕਿ ਵਿਕਾਸ ਗ੍ਰਾਂਟਾਂ ਜ਼ਮੀਨੀ ਪੱਧਰ 'ਤੇ ਪਿੰਡਾਂ ਤੱਕ ਪਹੁੰਚ ਰਹੀਆਂ ਹਨ।

ਨੰਗਲ ਦੇ ਸਕੂਲ ਆਫ਼ ਐਮੀਨੈਂਸ ਵਿਖੇ ਡਾ. ਬੀ.ਆਰ. ਅੰਬੇਡਕਰ ਦੇ 135ਵੇਂ ਜਨਮ ਦਿਹਾੜੇ ਮੌਕੇ ਕਰਵਾਏ ਗਏ ‘ਸਿੱਖਿਆ ਸੰਕਲਪ ਪ੍ਰੋਗਰਾਮ’ ਨੂੰ ਸੰਬੋਧਨ ਕਰਦਿਆਂ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਭਾਰਤੀ ਸੰਵਿਧਾਨ ਦੇ ਨਿਰਮਾਤਾ, ਡਾ. ਬੀ.ਆਰ. ਅੰਬੇਡਕਰ ਨੇ ਸਿੱਖਿਆ ਦੇ ਉੱਚਤਮ ਪੱਧਰ ਨੂੰ ਪ੍ਰਾਪਤ ਕੀਤਾ, ਜਿਨ੍ਹਾਂ ਕੋਲ ਚਾਰ ਪੀਐਚਡੀਜ਼ ਸਮੇਤ 32 ਡਿਗਰੀਆਂ ਸਨ, ਅਤੇ ਉਨ੍ਹਾਂ ਨੇ ਹਮੇਸ਼ਾ ਸਿੱਖਿਆ ਦੇ ਪਸਾਰ ਲਈ ਕੰਮ ਕੀਤਾ। ਅਜੋਕਾ ਸਮਾਜ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਦਾ ਹੀ ਪ੍ਰਤੀਬਿੰਬ ਹੈ।"

ਉਨ੍ਹਾਂ ਕਿਹਾ, "ਰਾਜਪਾਲ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 'ਤੇ ਦਸਤਖਤ ਕਰਨ ਨਾਲ, ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਦਾ ਰਸਤਾ ਸਾਫ਼ ਹੋ ਗਿਆ ਹੈ।"

ਉਨ੍ਹਾ ਅੱਗੇ ਕਿਹਾ, "ਗੁਰੂ ਰਵਿਦਾਸ ਬਾਣੀ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ ਜਿੱਥੇ 700 ਵਿਦਿਆਰਥੀ ਸਿਖਲਾਈ ਪ੍ਰਾਪਤ ਕਰ ਸਕਣਗੇ। ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਸੂਬੇ ਵਿੱਚ ਬੜੀ ਸ਼ਰਧਾ ਅਤੇ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ।"

ਵਿਕਾਸ ਕਾਰਜਾਂ 'ਤੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, "ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਪੰਜਾਬ ਵਿੱਚ ਸਭ ਤੋਂ ਵੱਧ ਵਿਕਾਸ ਫੰਡ ਮਿਲੇ ਹਨ। ਇਹ ਹਲਕਾ ਸੂਬੇ ਵਿੱਚ ਸਭ ਤੋਂ ਵੱਧ ਗ੍ਰਾਂਟਾਂ ਪ੍ਰਾਪਤ ਕਰਨ ਵਾਲਾ ਤੀਜਾ ਹਲਕਾ ਵੀ ਹੈ, ਜਿੱਥੇ ਪੁਲਾਂ, ਸੜਕਾਂ, ਸਕੂਲਾਂ ਅਤੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ।"

ਸਿੱਖਿਆ ਸੁਧਾਰਾਂ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ, "ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਬਜਟ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਇਕੱਲੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਹੀ ਸਕੂਲਾਂ ਦੇ ਵਿਕਾਸ, ਆਧੁਨਿਕ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ 100 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਗਏ ਹਨ।"

ਭਲਾਈ ਉਪਾਵਾਂ ਅਤੇ ਸਮਾਜਿਕ ਨਿਆਂ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਰਕਾਰ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਅਤੇ ਔਰਤਾਂ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਵਰਗੀਆਂ ਲੋਕ ਭਲਾਈ ਸਕੀਮਾਂ ਲਾਗੂ ਕਰ ਰਹੀ ਹੈ। ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਅਤੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਲਈ ਸੁਚੇਤ ਰਹਿਣਾ ਚਾਹੀਦਾ ਹੈ। ਬਾਬਾ ਸਾਹਿਬ ਅੰਬੇਡਕਰ ਦੇ ਸਿਧਾਂਤਾਂ 'ਤੇ ਚੱਲਦਿਆਂ ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰਾਂ ਵਿੱਚ ਵੱਡੇ ਕਦਮ ਚੁੱਕ ਰਹੀ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ ਲਾਗੂ ਕੀਤਾ ਹੈ, ਅਤੇ ਅੱਜ ਲਗਭਗ 60 ਕਾਨੂੰਨ ਅਧਿਕਾਰੀ (ਲਾਅ ਅਫ਼ਸਰ) ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ।"

ਇਸੇ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਮੇਰਾ ਪੂਰਾ ਜੀਵਨ ਇਹ ਯਕੀਨੀ ਬਣਾਉਣ ਲਈ ਸਮਰਪਿਤ ਹੈ ਕਿ ਮਿਆਰੀ ਸਿੱਖਿਆ ਸਮਾਜ ਦੇ ਹਰ ਵਰਗ ਤੱਕ ਪਹੁੰਚੇ। ਸਮਾਜ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਅਨਮੋਲ ਦਾਤਾਂ ਸਮਾਨਤਾ ਅਤੇ ਸਿੱਖਿਆ ਦਾ ਅਧਿਕਾਰ ਹਨ।"

ਸਿੱਖਿਆ ਖੇਤਰ ਵਿੱਚ ਸੁਧਾਰਾਂ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਸਰਕਾਰ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਗਏ ਹਨ। ਅੱਜ, ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਸਿਫ਼ਾਰਸ਼ਾਂ ਆ ਰਹੀਆਂ ਹਨ ਅਤੇ ਇਨ੍ਹਾਂ ਦੇ ਵਿਦਿਆਰਥੀ ਜੇ.ਈ.ਈ. ਅਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਸਹੀ ਮਾਰਗਦਰਸ਼ਨ ਅਤੇ ਮੌਕਿਆਂ ਨਾਲ ਹਰ ਵਿਦਿਆਰਥੀ ਵੱਡੀਆਂ ਬੁਲੰਦੀਆਂ ਹਾਸਲ ਕਰ ਸਕਦਾ ਹੈ।"

ਉਨ੍ਹਾਂ ਅੱਗੇ ਕਿਹਾ, "ਇਹ ਪ੍ਰੋਗਰਾਮ ਕਿਸੇ ਸਿਆਸੀ ਮਕਸਦ ਲਈ ਨਹੀਂ ਕਰਵਾਇਆ ਗਿਆ, ਸਗੋਂ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਅਪਣਾਉਣ ਅਤੇ ਸਿੱਖਿਆ ਰਾਹੀਂ ਸਮਾਜ ਵਿੱਚ ਬਰਾਬਰੀ ਨੂੰ ਉਤਸ਼ਾਹਿਤ ਕਰਨ ਲਈ ਉਲੀਕਿਆ ਗਿਆ ਹੈ। ਪ੍ਰੋਗਰਾਮ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ, ਜਿਸ ਨਾਲ ਬਾਕੀ ਬੱਚਿਆਂ ਨੂੰ ਪ੍ਰੇਰਨਾ ਮਿਲੇਗੀ। ਸਿੱਖਿਆ ਹੀ ਇੱਕ ਅਜਿਹਾ ਹਥਿਆਰ ਹੈ ਜੋ ਸਮਾਜ ਵਿੱਚ ਅਸਲੀ ਬਦਲਾਅ ਲਿਆ ਸਕਦਾ ਹੈ।"

ਹਲਕੇ ਲਈ ਗ੍ਰਾਂਟਾਂ ਦਾ ਐਲਾਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, "ਵੱਖ-ਵੱਖ ਪਿੰਡਾਂ ਅਤੇ ਸੰਸਥਾਵਾਂ ਲਈ ਗ੍ਰਾਂਟਾਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਚੰਦੇਸਰ ਲਈ 5 ਲੱਖ ਰੁਪਏ, ਬੀਕਾਪੁਰ ਲੋਅਰ ਲਈ 10 ਲੱਖ ਰੁਪਏ, ਬਸੋਵਾਲ ਐਸ.ਸੀ ਧਰਮਸ਼ਾਲਾ ਲਈ 10 ਲੱਖ ਰੁਪਏ, ਲੋਧੀਪੁਰ ਬਾਸ ਬਰੋਟੂ ਲਈ 5 ਲੱਖ ਰੁਪਏ, ਕੁਟੀਆ ਬਾਬਾ ਜਮਨਾ ਦਾਸ ਅਜੌਲੀ ਬ੍ਰਹਮਪੁਰ ਲਈ 5 ਲੱਖ ਰੁਪਏ, ਡਾਢੀ ਲਈ 5 ਲੱਖ ਰੁਪਏ, ਮੀਆਂਪੁਰ ਹੰਡੂਰ ਲਈ 5 ਲੱਖ ਰੁਪਏ, ਅਵਾਨਕੋਟ ਲੋਅਰ ਲਈ 5 ਲੱਖ ਰੁਪਏ, ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਡਾ. ਭੀਮ ਰਾਓ ਅੰਬੇਡਕਰ ਸੇਵਾ ਸੁਸਾਇਟੀ ਲਈ ਡਾ. ਭੀਮ ਰਾਓ ਅੰਬੇਡਕਰ ਗ੍ਰਾਂਟ ਤਹਿਤ 1 ਲੱਖ ਰੁਪਏ ਸ਼ਾਮਲ ਹਨ। ਇਹ ਵਿੱਤੀ ਸਹਾਇਤਾ ਇਲਾਕੇ ਵਿੱਚ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗੀ।"

ਇਸ ਮੌਕੇ ਡਾ. ਸੰਜੀਵ ਗੌਤਮ, ਜ਼ਿਲ੍ਹਾ ਪ੍ਰਧਾਨ ਕਮੀਕਰ ਸਿੰਘ ਡਾਢੀ (ਜਥੇਬੰਦਕ ਹਲਕਾ ਕੋਆਰਡੀਨੇਟਰ), ਦਲੀਪ ਹੰਸ (ਮੈਂਬਰ, ਦਲਿਤ ਬੋਰਡ ਪੰਜਾਬ), ਡਾ. ਜੇ.ਐਸ. ਕਾਹਲੋਂ, ਦੀਪਕ ਸੋਨੀ (ਹਲਕਾ ਕੋਆਰਡੀਨੇਟਰ), ਕਾਲਾ ਬਾਬਾ ਜਮਨਾ ਦਾਸ ਕੁਟੀਆ ਅਤੇ ਸੇਵਾਮੁਕਤ ਪ੍ਰਿੰਸੀਪਲ ਬਲਦੇਵ ਨੇ ਵੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਅਤੇ ਯੋਗਦਾਨ 'ਤੇ ਆਪਣੇ ਵਿਚਾਰ ਸਾਂਝੇ ਕੀਤੇ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.