Monday, 15 June 2026

ਚੰਡੀਗੜ੍ਹ, 05 ਮਾਰਚ: ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯੋਜਨਾ-ਬੱਧ ਭਲਾਈ ਸਕੀਮਾਂ ਰਾਹੀਂ ਲਗਾਤਾਰ ਕੰਮ ਕਰ ਰਹੀ ਹੈ।

ਇਸੇ ਦਿਸ਼ਾ ਵਿੱਚ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025–26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ ₹24.57 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ — ਇਨ੍ਹਾਂ 15 ਜ਼ਿਲ੍ਹਿਆਂ ਤੋਂ ਕੁੱਲ 4,817 ਅਰਜ਼ੀਆਂ ਅਸ਼ੀਰਵਾਦ ਪੋਰਟਲ ਰਾਹੀਂ ਪ੍ਰਾਪਤ ਹੋਈਆਂ, ਜਿਨ੍ਹਾਂ ਸਭ ਨੂੰ ਕਵਰ ਕਰਦਿਆਂ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਦੇ 739, ਬਰਨਾਲਾ ਦੇ 172, ਫਰੀਦਕੋਟ ਦੇ 190, ਸ੍ਰੀ ਫਤਹਿਗੜ੍ਹ ਸਾਹਿਬ ਦੇ 124, ਗੁਰਦਾਸਪੁਰ ਦੇ 437, ਹੁਸ਼ਿਆਰਪੁਰ ਦੇ 471 ਅਤੇ ਜਲੰਧਰ ਦੇ 135 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸੇ ਤਰ੍ਹਾਂ ਲੁਧਿਆਣਾ (272), ਮੋਗਾ (260), ਸ੍ਰੀ ਮੁਕਤਸਰ ਸਾਹਿਬ (410), ਪਟਿਆਲਾ (519), ਐਸ.ਏ.ਐਸ. ਨਗਰ (124), ਸੰਗਰੂਰ (305), ਮਾਲੇਰਕੋਟਲਾ (98) ਅਤੇ ਤਰਨਤਾਰਨ (561) ਦੇ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਅਧੀਨ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਣਾ ਅਤੇ ਅਨੁਸੂਚਿਤ ਜਾਤੀ, ਪਿੱਛੜੀ ਸ੍ਰੇਣੀ ਜਾਂ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ ₹32,790 ਤੋਂ ਘੱਟ ਹੈ, ਉਹਨਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਡਾਇਰੈਕਟ ਬੇਨਿਫਿਟ ਟ੍ਰਾਂਸਫਰ (DBT) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਤਾਂ ਜੋ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ-ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਵੇਸ਼ੀ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਚਨਬੱਧ ਹੈ, ਤਾਂ ਜੋ ਹਰ ਯੋਗ ਪਰਿਵਾਰ ਤੱਕ ਭਲਾਈ ਸਕੀਮਾਂ ਦਾ ਲਾਭ ਸਨਮਾਨ ਅਤੇ ਪਾਰਦਰਸ਼ਤਾ ਨਾਲ ਪਹੁੰਚ ਸਕੇ।

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਜਿਹੜੀ ਮੀਟਿੰਗ ਅੱਜ 5 ਮਾਰਚ ਦਿਨ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਣੀ ਸੀ, ਉਹ ਨਹੀਂ ਹੋਈ। ਇਸ ਮੀਟਿੰਗ ਸਬੰਧੀ ਅਹਿਮ ਤਬਦੀਲੀ ਕੀਤੀ ਗਈ ਹੈ ਅਤੇ ਹੁਣ ਇਹ ਮੀਟਿੰਗ ਭਲਕੇ 6 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਚੰਡੀਗੜ੍ਹ ਸਥਿਤ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਵੇਗੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਲਕੇ 6 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਵੀ ਸ਼ੁਰੂ ਹੋਣਾ ਹੈ ਅਤੇ ਸੂਬਾ ਸਰਕਾਰ ਵਲੋਂ ਬਜਟ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਜਾਣਾ ਹੈ।  


ਲੰਗਰ ਕਮੇਟੀਆਂ ਨੂੰ ਲੱਖਾਂ ਦੀ ਗਿਣਤੀ ਵਿੱਚ ਵੰਡੇ ਗਏ ਬਾਇਓਡੀਗ੍ਰੇਡੇਬਲ (ਗਲਣਯੋਗ) ਬਰਤਨ

ਚੰਡੀਗੜ੍ਹ, 5 ਮਾਰਚ :
  ਸਿੱਖ ਧਰਮ ਦੇ ਸਭ ਤੋਂ ਵੱਡੇ ਤਿਉਹਾਰ ‘ਹੋਲਾ ਮਹੱਲਾ’ ਦੀ ਪਵਿੱਤਰਤਾ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਨੇ ਇਸ ਸਮਾਗਮ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇੱਕ ਵਿਆਪਕ ਮੁਹਿੰਮ ਸਫਲਤਾਪੂਰਵਰਕ ਚਲਾਈ ਗਈ। ਇਸ ਮੁਹਿੰਮ ਤਹਿਤ ਪੀ.ਪੀ.ਸੀ.ਬੀ.ਨੇ ਇੱਕ ਵੱਡੀ ਵਾਤਾਵਰਣ-ਪੱਖੀ ਪਹਿਲਕਦਮੀ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਖ-ਵੱਖ ਕਮੇਟੀਆਂ ਵੱਲੋਂ ਚਲਾਏ ਜਾ ਰਹੇ ਲੰਗਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਬਾਇਓਡੀਗ੍ਰੇਡੇਬਲ ਅਤੇ ਕੰਪੋਸਟੇਬਲ ਡਿਸਪੋਜ਼ੇਬਲ ਵਸਤੂਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ।

ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦਾ ਰਸਮੀ ਉਦਘਾਟਨ 1 ਮਾਰਚ 2026 ਨੂੰ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਸ਼੍ਰੀ ਲਵਨੀਤ ਦੂਬੇ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਮੁਹਿੰਮ ਨੂੰ ਚਲਾਉਣ ਤੋਂ ਪਹਿਲਾਂ ਵਿਭਾਗ ਵੱਲੋਂ ਮੁੱਢਲੀਆਂ ਤਿਆਰੀਆਂ ਹਫਤੇ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਸੀ।  ਜਿਸ ਵਿੱਚ ਲੰਗਰ ਕਮੇਟੀਆਂ ਨਾਲ ਸੰਪਰਕ ਕਰਨਾ, ਲੋੜਾਂ ਦਾ ਮੁਲਾਂਕਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਸ਼ਾਮਲ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਵਿਸੇਸ਼ ਤੌਰ ਤੇ ਈਕੋ-ਫਰੈਂਡਲੀ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨ ਤੇ ਧਿਆਨ ਕੇਂਦਰਿਤ ਕੀਤਾ ਗਿਆ ਜਿਸ ਤਹਿਤ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ, ਪੀ.ਪੀ.ਸੀ.ਬੀ. 20 ਲੱਖ ਤੋਂ ਵੱਧ ਉੱਚ-ਗੁਣਵੱਤਾ ਵਾਲੇ ਬਾਇਓਡੀਗ੍ਰੇਡੇਬਲ ਬਦਲਾਂ ਦੀ ਸਪਲਾਈ ਯਕੀਨੀ ਬਣਾਈ। ਹੋਲੇ ਮਹੱਲੇ ਦੌਰਾਨ 7 ਲੱਖ ਬਾਇਓਡੀਗ੍ਰੇਡੇਬਲ ਪਲਾਸਟਿਕ ਕੱਪ, 6.5 ਲੱਖ ਬਾਇਓਡੀਗ੍ਰੇਡੇਬਲ ਚਮਚੇ, 2.5 ਲੱਖ ਪਲੇਟਾਂ,  5 ਲੱਖ ਬਾਇਓਡੀਗ੍ਰੇਡੇਬਲ ਕੌਲੀਆਂ ਅਤੇ ਹੋਰ ਸਮਾਨ, 5,000 ਬਾਇਓਡੀਗ੍ਰੇਡੇਬਲ ਕੂੜਾ ਕਰਕਟ ਵਾਲੇ ਬੈਗ, 30,000 ਬਾਇਓਡੀਗ੍ਰੇਡੇਬਲ ਕੈਰੀ ਬੈਗ (ਕੜਾਹ ਪ੍ਰਸ਼ਾਦ ਲਈ) ਦੀ ਸਪਲਾਈ ਵੱਖ-ਵੱਖ ਲੰਗਰਾਂ ਅਤੇ ਗੁਰਦੁਆਰਾ ਸਾਹਿਬਾਨਾਂ ਵਿੱਚ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਵਡਕਾਰੀ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਚਲਾਉਣ ਲਈ ਪੀ.ਪੀ.ਸੀ.ਬੀ. ਦੀਆਂ 20 ਸਮਰਪਿਤ ਟੀਮਾਂ ਅਤੇ ਵਲੰਟੀਅਰਾਂ ਵੱਲੋਂ ਵੱਡੇ ਪੱਧਰ ਤੇ ਸਹਿਯੋਗ ਕੀਤਾ ਗਿਆ। ਇਹ ਕਾਰਜ 27 ਫਰਵਰੀ, 2026 ਤੋਂ 4 ਮਾਰਚ, 2026 ਤੱਕ ਪੂਰੇ ਜ਼ੋਰ ਸ਼ੋਰ ਨਾਲ ਕੀਤਾ ਗਿਆ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਨੇ ਕਿਹਾ ਕਿ “ਗੁਰੂ ਸਾਹਿਬ ਦਾ ਸੰਦੇਸ਼ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਸਾਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਦਾ ਉਪਦੇਸ਼ ਦਿੰਦਾ ਹੈ। ਇਸ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਹੋਲਾ ਮਹੱਲੇ ਦੇ ਮੌਕੇ ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਪਲਾਸਟਿਕ ਪ੍ਰਦੂਸ਼ਣ ਤੋਂ ਬਚਾਉਣ ਤੋਂ ਵਧੀਆ ਕੋਈ ਹੋਰ ਉਪਰਾਲਾ ਨਹੀਂ ਹੋ ਸਕਦਾ।

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਇਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ। ਇਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਅਤੇ ਬੱਚਿਆਂ ’ਤੇ ਨਜ਼ਰ ਰੱਖਣੀ ਚਾਹੀਦੀ ਹੈ। ਸੰਧਵਾਂ ਨੇ ਕਿਹਾ ਕਿ ਮੋਬਾਇਲ ਫੋਨ ਬੱਚਿਆਂ ’ਤੇ ਨੁਕਸਾਨਦਾਇਕ ਪ੍ਰਭਾਵ ਪਾਉਂਦੇ ਹਨ ਅਤੇ ਬੱਚਿਆਂ ਦੀ ਸਿਹਤ ਨੂੰ ਲੈ ਕੇ ਵੀ ਸਮੱਸਿਆਵਾਂ ਵਧ ਰਹੀਆਂ ਹਨ। ਸਪੀਕਰ ਸੰਧਵਾਂ ਨੇ ਅਪੀਲ ਕਰਦਿਆਂ ਕਿਹਾ ਕਿ ਹਰ ਮਾਤਾ-ਪਿਤਾ ਦੀ ਜ਼ਿੰਮੇਵਾਰੀ ਹੈ ਕਿ ਉਹ ਬੱਚਿਆਂ ਦੇ ਸਕਰੀਨ ਟਾਈਮ ਨੂੰ ਸੀਮਤ ਕਰਕੇ ਉਨ੍ਹਾਂ ਨੂੰ ਕਿਤਾਬਾਂ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਆਓ ਅਸੀਂ ਮਿਲ ਕੇ ਆਪਣੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਈਏ।

ਡੀਜੀਪੀ ਕੋਲੋਂ ਦੋ ਹਫਤਿਆਂ ’ਚ ਮੰਗੀ ਪੂਰੀ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਦਾਸਪੁਰ ਵਿਚ ਏ.ਐਸ.ਆਈ. ਅਤੇ ਹੋਮਗਾਰਡ ਜਵਾਨ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਰਣਜੀਤ ਸਿੰਘ ਦਾ ਐਨਕਾਊਂਟਰ ਕਰ ਦਿੱਤਾ ਸੀ। ਇਸ ਮਾਮਲੇ ਨੂੰ ਲੈ ਕੇ ਰਣਜੀਤ ਸਿੰਘ ਦਾ ਪਰਿਵਾਰ ਹਾਈਕੋਰਟ ਪਹੁੰਚ ਗਿਆ ਹੈ। ਹਾਈਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਕੋਲੋਂ ਦੋ ਹਫਤਿਆਂ ਵਿਚ ਪੂਰੀ ਰਿਪੋਰਟ ਮੰਗ ਲਈ ਹੈ। ਪੁਲਿਸ ਵਲੋਂ ਨੌਜਵਾਨ ਰਣਜੀਤ ਸਿੰਘ ਦੇ ਕੀਤੇ ਗਏ ਐਨਕਾਊਂਟਰ ਦਾ ਹਾਈਕੋਰਟ ਨੇ ਨੋਟਿਸ ਲਿਆ ਅਤੇ ਇਸ ਮਾਮਲੇ ’ਤੇ ਅੱਜ ਸੁਣਵਾਈ ਵੀ ਹੋਈ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਸਿਸਟਮ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਅਸੀਂ ਅੱਖਾਂ ਬੰਦ ਕਰਕੇ ਨਹੀਂ ਬੈਠ ਸਕਦੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਮਾਰਚ ਨੂੰ ਹੋਵੇਗੀ। ਪੁਲਿਸ ਵਲੋਂ ਰਣਜੀਤ ਸਿੰਘ ਦੇ ਕੀਤੇ ਗਏ ਐਨਕਾਊਂਟਰ ’ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸਵਾਲ ਚੁੱਕ ਰਹੇ ਹਨ ਅਤੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕਰ ਰਹੇ ਹਨ।  

ਨੋਟੀਫਿਕੇਸ਼ਨ ਜਾਰੀ- 6 ਮਹੀਨਿਆਂ ’ਚ ਹੋਵੇਗਾ ਸ਼ੋਸ਼ਲ ਇੰਮਪੈਕਟ ਸਰਵੇ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਮੁਹਾਲੀ ਦੇ ਨੇੜੇ ਐਕਸਪੋ ਸਿਟੀ ਵਸਾਏਗੀ। ਇਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਹੈ ਅਤੇ 6 ਮਹਨਿਆਂ ਵਿਚ ਸ਼ੋਸ਼ਲ ਇੰਮਪੈਕਟ ਸਰਵੇ ਵੀ ਹੋ ਜਾਵੇਗਾ। ਇਹ ਦੇਸ਼ ਦਾ ਪਹਿਲਾ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਬਣੇਗਾ, ਜਿੱਥੇ ਕਰੀਬ 300 ਏ.ਆਈ. ਅਤੇ ਟੇਕ ਕੰਪਨੀਆਂ ਕੰਮ ਕਰਨਗੀਆਂ। ਸੂਬਾ ਸਰਕਾਰ ਨੇ ਇਸ ਸਬੰਧ ਵਿਚ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਆਵਾਸ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਇਸਦੇ ਲਈ 182.88 ਏਕੜ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਐਕਸਪੋ ਸਿਟੀ ਵਿਚ ਭਾਰਤ ਦਾ ਪਹਿਲਾ ਏ.ਆਈ. ਟਾਵਰ ਬਣਨ ਨਾਲ ਹਜ਼ਾਰਾਂ ਰੋਜ਼ਗਾਰ ਦੇ ਅਵਸਰ ਪੈਦਾ ਹੋਣਗੇ ਅਤੇ ਪੰਜਾਬ ਵਿਚ ਏ.ਆਈ., ਸਟਾਰਟਅੱਪ ਅਤੇ ਇਨੋਵੇਸ਼ਨ ਨੂੰ ਉਤਸ਼ਾਹ ਮਿਲੇਗਾ। ਇਸਦੇ ਨਾਲ ਹੀ ਹੁਣ ਸ਼ੋਸ਼ਲ ਇੰਮਪੈਕਟ ਅਸੈਸਮੈਂਟ ਦੀ ਸ਼ੁਰੂਆਤ ਹੋਵੇਗੀ। ਇਸੇ ਦੌਰਾਨ ਕਰੀਬ 20 ਏਕੜ ਵਿਚ ਇਕ ਵੱਡਾ ਸ਼ਾਪਿੰਗ ਮਾਲ ਅਤੇ ਰਿਟੇਲ ਕੰਪਲੈਕਸ ਬਣਾਇਆ ਜਾਵੇਗਾ, ਜੋ ਕਮਰਸ਼ੀਅਲ ਅਤੇ ਲਾਈਫ ਸਟਾਈਲ ਹੱਬ ਦੇ ਰੂਪ ਵਿਚ ਵਿਕਸਿਤ ਹੋਵੇਗਾ।

ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੂਬੇ ਸਿਰ ਚੜ੍ਹੇ ਭਾਰੀ ਕਰਜ਼ੇ ਅਤੇ ਸਰਕਾਰ ਦੇ ਖਰਚਿਆਂ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਕੀਤੀ ਹੈ। ਉਨ੍ਹਾਂ ਇਕ ਟਵੀਟ ਰਾਹੀਂ ਚਿੰਤਾ ਜ਼ਾਹਰ ਕੀਤੀ ਕਿ ਪੰਜਾਬ ਸਿਰ ਕਰਜ਼ਾ 4 ਲੱਖ ਕਰੋੜ ਰੁਪਏ ਦੀ ਹੱਦ ਵੀ ਪਾਰ ਕਰ ਚੁੱਕਾ ਹੈ ਅਤੇ ਅਨੁਮਾਨ ਹੈ ਕਿ ਇਸੇ ਸਾਲ ਇਹ ਕਰਜ਼ਾ ਵਧ ਕੇ 4.17 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਵੜਿੰਗ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਹਰ ਸਾਲ ਹਜ਼ਾਰਾਂ ਕਰੋੜ ਰੁਪਏ ਸਿਰਫ ਕਰਜ਼ੇ ਦਾ ਵਿਆਜ਼ ਭਰਨ ਵਿਚ ਹੀ ਖਰਚ ਹੋ ਰਹੇ ਹਨ। ਵੜਿੰਗ ਨੇ ਸਖਤ ਸ਼ਬਦਾਂ ਵਿਚ ਕਿਹਾ ਕਿ ਜਨਤਾ ਦਾ ਪੈਸਾ ਸਿਆਸੀ ਬ੍ਰਾਂਡਿੰਗ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬਾ ਕਰਜ਼ੇ ਵਿਚ ਡੁੱਬਿਆ ਹੋਵੇ ਤਾਂ ਹਰ ਇਕ ਰੁਪਈਆ ਪੰਜਾਬ ਦੀ ਆਰਥਿਕਤਾ ਅਤੇ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਵਰਤਿਆ ਜਾਣਾ ਚਾਹੀਦਾ ਹੈ, ਨਾ ਕਿ ਕਿਸੇ ਪਾਰਟੀ ਦੇ ਅਕਸ਼ ਨੂੰ ਉਤਸ਼ਾਹਿਤ ਕਰਨ ਲਈ। ਵੜਿੰਗ ਨੇ ਸਰਕਾਰ ਨੂੰ ਨਸੀਹਤ ਦਿੱਤੀ ਕਿ ਪੰਜਾਬ ਇਸ ਵੇਲੇ ਜ਼ਿੰਮੇਵਾਰ ਸ਼ਾਸਨ ਦਾ ਹੱਕਦਾਰ ਹੈ, ਮਹਿੰਗੇ ਪ੍ਰਚਾਰ ਦਾ ਨਹੀਂ।

ਚੰਡੀਗੜ੍ਹ 4 ਮਾਰਚ 2026:

ਪੰਜਾਬ ਵਿਧਾਨ ਸਭਾ ਦੱ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮੋਬਾਈਲ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਅਤੇ ਬੱਚਿਆਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਮੋਬਾਈਲ ਫੋਨ ਬੱਚਿਆਂ ‘ਤੇ ਨੁਕਸਾਨਦੇਹ ਪ੍ਰਭਾਵ ਪਾਉਂਦੇ ਹਨ।

ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਬੱਚਿਆਂ ਦੀਆਂ ਅੱਖਾਂ ਅਤੇ ਦਿਮਾਗ 'ਤੇ ਪ੍ਰਭਾਵ ਪਾ ਰਹੇ ਹਨ। ਇਸ ਨਾਲ ਨੀਂਦ ਘੱਟ ਆਉਣਾ ਅਤੇ ਪੜ੍ਹਾਈ ਵਿੱਚ ਇਕਾਗਰਤਾ ਘਟਣ ਵਰਗੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਮੋਬਾਈਲ ਫੋਨ ਦੀ ਲੋੜ ਤੋਂ ਵੱਧ ਵਰਤੋਂ ਪਰਿਵਾਰ ਦੇ ਨਾਲ-ਨਾਲ ਆਊਟਡੋਰ ਗੇਮਾਂ ਤੋਂ ਦੂਰੀ ਦਾ ਕਾਰਨ ਵੀ ਬਣ ਰਹੀ ਹੈ, ਜਿਸਦੇ ਨਤੀਜੇ ਵਜੋਂ ਬੱਚਿਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।

ਸਪੀਕਰ ਸੰਧਵਾਂ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਹਰ ਮਾਤਾ-ਪਿਤਾ ਦੀ ਜ਼ਿੰਮੇਵਾਰੀ ਹੈ ਕਿ ਉਹ ਬੱਚਿਆਂ ਦੇ ਸਕ੍ਰੀਨ ਟਾਈਮ ਨੂੰ ਸੀਮਤ ਕਰਕੇ ਉਨ੍ਹਾਂ ਨੂੰ ਕਿਤਾਬਾਂ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਆਓ ਆਪਾਂ ਮਿਲ ਕੇ ਆਪਣੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਈਏ।

ਚੰਡੀਗੜ੍ਹ, 5 ਮਾਰਚ 2026:

ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਤੋਂ ਸਾਲ 2026 ਵਿਚਕਾਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਰਾਹੀਂ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਵਾਲੇ 5.2 ਲੱਖ ਤੋਂ ਵੱਧ ਪੰਜਾਬੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ ਵਿੱਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਲਗਭਗ 35.7 ਲੱਖ ਬਜ਼ੁਰਗ ਨਾਗਰਿਕਾਂ, ਬੇਸਹਾਰਾ ਤੇ ਵਿਧਵਾ ਔਰਤਾਂ ਅਤੇ ਦਿਵਿਆਗਜਨਾਂ ਨੂੰ 23,102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ।

ਪਿਛਲੀਆਂ ਸਰਕਾਰਾਂ ਦੌਰਾਨ ਕਈ ਸਾਲਾਂ ਤੋਂ ਚੱਲੀਆਂ ਆ ਰਹੀਆਂ ਪ੍ਰਸ਼ਾਸਕੀ ਅਣਗਹਿਲੀਆਂ ਅਤੇ ਸਹੀ ਨਿਗਰਾਨੀ ਵਿਧੀਆਂ ਵਿੱਚ ਸੋਧ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪੈਨਸ਼ਨ ਸਬੰਧੀ ਰਿਕਾਰਡਾਂ ਦੀ ਵਿਆਪਕ ਤਸਦੀਕ ਕੀਤੀ। ਇਸ ਪ੍ਰਕਿਰਿਆ ਦੌਰਾਨ 1.9 ਲੱਖ ਤੋਂ ਵੱਧ ਉਨ੍ਹਾਂ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਜਾਂ ਜਿਹੜੇ ਮੌਜੂਦ ਨਹੀਂ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਰਿਕਾਰਡਾਂ ਤੋਂ ਹਟਾਇਆ ਗਿਆ ਹੈ। ਇਨ੍ਹਾਂ ਕਮੀਆਂ ਨੂੰ ਦੂਰ ਕਰਦਿਆਂ ਅਤੇ ਮਜ਼ਬੂਤ ਤਸਦੀਕ ਪ੍ਰਣਾਲੀਆਂ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਜਨਤਕ ਫੰਡਾਂ ਵਿੱਚ 350 ਕਰੋੜ ਰੁਪਏ ਤੋਂ ਵੱਧ ਦੀ ਸਾਲਾਨਾ ਬੱਚਤ ਨੂੰ ਯਕੀਨੀ ਬਣਾਇਆ ਹੈ।

ਇਸ ਦੌਰਾਨ ਇਹ ਵੀ ਪਾਇਆ ਗਿਆ ਕਿ ਪੈਨਸ਼ਨ ਰਾਸ਼ੀ ਪਿਛਲੇ ਕਈ ਸਾਲਾਂ ਤੋਂ ਅਨੇਕਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਰਹੀ ਹੈ ਜਦੋਂ ਕਿ ਇਹ ਵਿਅਕਤੀ ਹੁਣ ਜ਼ਿੰਦਾ ਨਹੀਂ ਹਨ ਜਾਂ ਪੈਨਸ਼ਨ ਲੈਣ ਯੋਗ ਨਹੀਂ ਸਨ। ਇਸ ਦਾ ਮੁੱਖ ਕਾਰਨ ਇਹ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਅਜਿਹੇ ਮਾਮਲਿਆਂ ਨੂੰ ਟਰੈਕ ਕਰਨ ਲਈ ਸਹੀ ਪ੍ਰਣਾਲੀਆਂ ਸਥਾਪਤ ਕਰਨ ਵਿੱਚ ਅਸਫਲ ਰਹੀਆਂ। ਨਤੀਜੇ ਵਜੋਂ ਇਨ੍ਹਾਂ ਖਾਤਿਆਂ ਵਿੱਚ ਲਗਭਗ 450 ਕਰੋੜ ਰੁਪਏ ਦੀ ਰਾਸ਼ੀ ਇੱਕਤਰ ਹੋ ਗਈ ਅਤੇ ਇਸ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਸੀ। ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਖਾਤਿਆਂ ਦੀ ਪਛਾਣ ਕੀਤੀ ਅਤੇ ਬੈਂਕਾਂ ਵਿੱਚ ਅਣਵਰਤੇ ਫੰਡਾਂ ਦੀ ਲੋਕ ਭਲਾਈ ਪ੍ਰਣਾਲੀ ਵਿੱਚ ਵਰਤੋਂ ਕੀਤੀ।

ਰਾਜ ਵਿਆਪੀ "ਸਾਡੇ ਬਜ਼ੁਰਗ ਸਦਾ ਮਾਨ" ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਨੂੰ ਹਰ ਸੰਭਵ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਅਤੇ 20,110 ਤੋਂ ਵੱਧ ਬਜ਼ੁਰਗ ਵਿਅਕਤੀਆਂ ਨੂੰ ਰਜਿਸਟਰ ਕੀਤਾ। ਕੈਂਪਾਂ ਵਿੱਚ ਮੁਫਤ ਅੱਖਾਂ ਅਤੇ ਈਐਨਟੀ ਜਾਂਚ, ਮੋਤੀਆਬਿੰਦ ਦੀ ਜਾਂਚ, ਐਨਕਾਂ ਦੀ ਵੰਡ, ਆਰਥੋਪੀਡਿਕ ਸਲਾਹ, ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕਰਨ ਅਤੇ ਮੌਕੇ 'ਤੇ ਪੈਨਸ਼ਨ ਦੀ ਸਹੂਲਤ ਪ੍ਰਦਾਨ ਕੀਤੀ ਗਈ।

ਬਜ਼ੁਰਗਾਂ ਦੀ ਦੇਖਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਮਾਨਸਾ ਵਿਖੇ 9.12 ਕਰੋੜ ਰੁਪਏ ਦੀ ਲਾਗਤ ਨਾਲ 72 ਬੈੱਡਾਂ ਵਾਲਾ ਸਰਕਾਰੀ ਬਿਰਧ ਆਸ਼ਰਮ ਸਥਾਪਤ ਕੀਤਾ ਅਤੇ 14 ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮ ਚਲਾਉਣ ਵਾਲੇ ਗੈਰ-ਸਰਕਾਰੀ ਸੰਗਠਨਾਂ ਨੂੰ ਲਗਭਗ 7 ਕਰੋੜ ਰੁਪਏ ਦੀ ਗ੍ਰਾਂਟ-ਇਨ-ਏਡ ਦਿੱਤੀ। ਇਸ ਦੇ ਨਾਲ ਹੀ ਸੀਨੀਅਰ ਸਿਟੀਜ਼ਨ ਡੇਅ ਕੇਅਰ ਸੈਂਟਰਾਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਗਈ।

ਮਾਤਾ-ਪਿਤਾ ਤੇ ਸੀਨੀਅਰ ਸਿਟੀਜ਼ਨ ਦਾ ਪਾਲਣ ਪੋਸ਼ਣ ਤੇ ਭਲਾਈ ਐਕਟ-2007 ਦੇ ਲਾਗੂ ਕਰਨ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਜ਼ਿਲ੍ਹਿਆਂ ਵਿੱਚ ਮੇਨਟੈਨੈਸ ਟ੍ਰਿਬਿਊਨਲ ਤੇ ਐਪੀਲੈਂਟ ਟ੍ਰਿਬਿਊਨਲ ਕਾਰਜਸ਼ੀਲ ਕੀਤੇ ਗਏ ਹਨ। ਮੇਨਟੈਨੈਸ ਟ੍ਰਿਬਿਊਨਲਾਂ ਅਧੀਨ ਕੁੱਲ 1,120 ਕੇਸ ਹੱਲ ਕੀਤੇ ਗਏ ਅਤੇ ਐਪੀਲੈਂਟ ਟ੍ਰਿਬਿਊਨਲਾਂ ਅਧੀਨ 669 ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਜਿਸ ਨਾਲ ਬਜ਼ੁਰਗ ਨਾਗਰਿਕਾਂ ਲਈ ਸਮੇਂ ਸਿਰ ਨਿਆਂ ਯਕੀਨੀ ਬਣਾਇਆ ਗਿਆ।

ਹੈਲਪਏਜ ਇੰਡੀਆ ਦੇ ਸਹਿਯੋਗ ਨਾਲ ਬਜ਼ੁਰਗ ਹੈਲਪਲਾਈਨ 14567 ‘ਤੇ ਵਿੱਤੀ ਸਾਲ 2025-26 ਵਿੱਚ 2,956 ਕੇਸ ਦਰਜ ਕੀਤੇ ਅਤੇ ਉਨ੍ਹਾਂ ਵਿੱਚੋਂ 2,930 ਨੂੰ ਸਫਲਤਾਪੂਰਵਕ ਹੱਲ ਕੀਤਾ ਅਤੇ ਪੈਨਸ਼ਨ, ਸਿਹਤ ਸੰਭਾਲ ਤੇ ਕਾਨੂੰਨੀ ਮਾਮਲਿਆਂ 'ਤੇ ਸਲਾਹ ਅਤੇ ਸਹਾਇਤਾ ਪ੍ਰਦਾਨ ਕੀਤੀ।

ਔਰਤਾਂ ਦੇ ਸਫ਼ਰ ਅਤੇ ਸਸ਼ਕਤੀਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਵਿੱਚ ਮੁਫ਼ਤ ਬੱਸ ਯਾਤਰਾ ਯੋਜਨਾ ਨਾਲ ਔਰਤਾਂ ਨੂੰ ਹਰ ਮਹੀਨੇ ਲਗਭਗ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦੇ ਸਮਰੱਥ ਬਣਾਇਆ ਹੈ। ਪੰਜਾਬ ਸਰਕਾਰ ਨੇ ਇਸ ਯੋਜਨਾ 'ਤੇ 2,000 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ, ਜਿਸ ਨਾਲ ਨੌਜਵਾਨ ਔਰਤਾਂ ਕਾਲਜ ਜਾਣ ਦੇ ਯੋਗ ਬਣੀਆਂ ਹਨ, ਕਾਮਿਆਂ ਲਈ ਜੇਬ ਵਿੱਚੋਂ ਖਰਚੇ ਘਟੇ ਹਨ ਅਤੇ ਪੰਜਾਬ ਭਰ ਵਿੱਚ ਸੁਰੱਖਿਅਤ ਤੇ ਸੁਤੰਤਰ ਸਫ਼ਰ ਨੂੰ ਯਕੀਨੀ ਬਣਾਇਆ ਗਿਆ ਹੈ।

ਕੰਮਕਾਜੀ ਔਰਤਾਂ ਦੀ ਸਹਾਇਤਾ ਲਈ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਲਗਭਗ 150 ਕਰੋੜ ਦੀ ਕੁੱਲ ਲਾਗਤ ਨਾਲ ਪੰਜ ਕੰਮਕਾਜੀ ਮਹਿਲਾ ਹੋਸਟਲ ਬਣਾਏ ਜਾ ਰਹੇ ਹਨ। ਕ੍ਰੈਚ ਸਹੂਲਤਾਂ ਨਾਲ ਲੈਸ ਇਹ ਹੋਸਟਲ ਇੱਕ ਸਾਲ ਦੇ ਅੰਦਰ ਤਿਆਰ ਹੋ ਜਾਣਗੇ ਅਤੇ ਔਰਤਾਂ ਨੂੰ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਸੰਤੁਲਿਤ ਕਰਦੇ ਹੋਏ ਆਪਣੇ ਘਰਾਂ ਤੋਂ ਦੂਰ ਕਰੀਅਰ ਬਣਾਉਣ ਦੇ ਯੋਗ ਬਣਾਉਣਗੇ।

ਬਚਪਨ ਦੇ ਸ਼ੁਰੂਆਤੀ ਵਿਕਾਸ ਨੂੰ ਆਨੰਦਮਈ ਅਤੇ ਪਹੁੰਚਯੋਗ ਬਣਾਉਣ ਲਈ, ਪਿਛਲੇ ਚਾਰ ਸਾਲਾਂ ਵਿੱਚ ਲਗਭਗ 4,400 ਆਂਗਣਵਾੜੀ ਵਰਕਰਾਂ ਦੀ ਭਰਤੀ ਕੀਤੀ ਗਈ ਹੈ, ਜਦੋਂ ਕਿ 6,100 ਤੋਂ ਵੱਧ ਵਾਧੂ ਵਰਕਰਾਂ ਅਤੇ ਸਹਾਇਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਭਗਵੰਤ ਮਾਨ ਸਰਕਾਰ "ਨਵੀਂ ਦਿਸ਼ਾ ਯੋਜਨਾ" ਤਹਿਤ ਸਾਰੇ 27,314 ਆਂਗਣਵਾੜੀ ਕੇਂਦਰਾਂ ਵਿੱਚ ਸੈਨੇਟਰੀ ਨੈਪਕਿਨ ਮੁਫਤ ਪ੍ਰਦਾਨ ਕਰ ਰਹੀ ਹੈ। ਹਰੇਕ ਯੋਗ ਔਰਤ ਨੂੰ ਹਰ ਮਹੀਨੇ ਨੌਂ ਸੈਨੇਟਰੀ ਪੈਡ ਮੁਫਤ ਵੰਡੇ ਜਾਂਦੇ ਹਨ। ਹੁਣ ਤੱਕ 13.65 ਲੱਖ ਔਰਤਾਂ ਨੂੰ 7.37 ਕਰੋੜ ਸੈਨੇਟਰੀ ਪੈਡ ਵੰਡੇ ਜਾ ਚੁੱਕੇ ਹਨ, ਜੋ ਮਾਹਵਾਰੀ ਦੌਰਾਨ ਔਰਤਾਂ ਲਈ ਸਫਾਈ, ਸਿਹਤ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਂਦੇ ਹਨ।

ਮਾਤਰੂ ਵੰਦਨਾ ਯੋਜਨਾ ਰਾਹੀਂ, ਪਹਿਲੇ ਬੱਚੇ ਲਈ ਯੋਗ ਔਰਤਾਂ ਨੂੰ ਦੋ ਕਿਸ਼ਤਾਂ ਵਿੱਚ 5,000 ਰੁਪਏ ਅਤੇ ਦੂਜੀ ਕੁੜੀ ਪੈਦਾ ਹੋਣ ‘ਤੇ ਇੱਕੋ ਕਿਸ਼ਤ ਵਿੱਚ 6,000 ਰੁਪਏ ਦਿੱਤੇ ਜਾਂਦੇ ਹਨ। ਕੇਂਦਰ ਸਰਕਾਰ ਦੇ 2,94,288 ਲਾਭਪਾਤਰੀਆਂ ਦੇ ਟੀਚੇ ਦੇ ਮੁਕਾਬਲੇ ਪੰਜਾਬ ਵਿੱਚ ਚਾਰ ਸਾਲਾਂ ‘ਚ 4,22,492 ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਗਿਆ, ਜੋ ਕਿ ਨਿਰਧਾਰਤ ਟੀਚੇ ਤੋਂ ਲਗਭਗ ਦੁੱਗਣਾ ਹੈ।

ਮਾਨ ਸਰਕਾਰ "ਪੋਸ਼ਣ ਵੀ ਪੜ੍ਹਾਈ ਵੀ" ਮੁਹਿੰਮ ਤਹਿਤ ਆਂਗਣਵਾੜੀ ਕੇਂਦਰਾਂ ਨੂੰ ਬੁਨਿਆਦੀ ਸਿੱਖਿਆ ਦੇ ਕੇਂਦਰਾਂ ਵਿੱਚ ਵੀ ਅਪਗ੍ਰੇਡ ਕਰ ਰਹੀ ਹੈ। 8,600 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ 12,000 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਪ੍ਰਾਈਵੇਟ ਪਲੇਵੇਅ ਸਕੂਲਾਂ ਸਮੇਤ ਸਾਰੇ ਕੇਂਦਰਾਂ ਵਿੱਚ ਇੱਕ ਢਾਂਚਾਗਤ ਪਲੇ-ਵੇਅ ਪਾਠਕ੍ਰਮ ਲਾਗੂ ਕੀਤਾ ਜਾਵੇਗਾ, ਜਿਸਦੀ ਨਿਗਰਾਨੀ, ਮਾਨਕੀਕਰਨ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ।

ਬੁਨਿਆਦੀ ਢਾਂਚੇ ਦੇ ਵਿਸਥਾਰ ਨੂੰ ਤਰਜੀਹ ਦਿੰਦਿਆਂ 140 ਕਰੋੜ ਰੁਪਏ ਦੀ ਲਾਗਤ ਨਾਲ 1,000 ਨਵੇਂ ਆਂਗਣਵਾੜੀ ਕੇਂਦਰ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 780 ਮੁਕੰਮਲ ਹੋ ਚੁੱਕੇ ਹਨ ਅਤੇ 220 ਤਿਆਰ ਹੋਣ ਦੇ ਨੇੜੇ ਹਨ। ਇਸ ਤੋਂ ਇਲਾਵਾ 350 ਕੇਂਦਰਾਂ ਵਿੱਚੋਂ 337 ਨੂੰ ਅਪਗ੍ਰੇਡ ਕੀਤਾ ਗਿਆ ਹੈ, ਬਾਕੀ 13 ਮੁਕੰਮਲ ਹੋਣ ਦੇ ਨੇੜੇ ਹਨ। ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ 100 ਸਕਸ਼ਮ ਆਂਗਣਵਾੜੀ ਕੇਂਦਰਾਂ ਦਾ ਵਿਕਾਸ ਪ੍ਰਕਿਰਿਆ ਅਧੀਨ ਹੈ।

ਪ੍ਰੋਜੈਕਟ ਜੀਵਨਜੋਤ ਤਹਿਤ 1,027 ਬੱਚਿਆਂ ਨੂੰ ਬਾਲ ਭੀਖ ਮੰਗਣ ਅਤੇ ਸ਼ੋਸ਼ਣ ਤੋਂ ਬਚਾਇਆ ਗਿਆ ਹੈ। ਜ਼ਿਆਦਾਤਰ ਬੱਚਿਆਂ ਨੂੰ ਪਰਿਵਾਰਾਂ ਨਾਲ ਦੁਬਾਰਾ ਮਿਲਾਇਆ ਗਿਆ, ਜਦੋਂ ਕਿ ਬਾਕੀਆਂ ਨੂੰ ਸੁਰੱਖਿਆ ਅਤੇ ਪੁਨਰਵਾਸ ਲਈ ਬਾਲ ਦੇਖਭਾਲ ਸੰਸਥਾਵਾਂ ਵਿੱਚ ਰੱਖਿਆ ਗਿਆ ਹੈ। ਤਸਕਰੀ ਅਤੇ ਸ਼ੋਸ਼ਣ ਨੂੰ ਰੋਕਣ ਲਈ ਮਿਸ਼ਨ ਜੀਵਨਜੋਤ-II ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਡੀਐਨਏ ਟੈਸਟਿੰਗ ਸ਼ਾਮਲ ਹੈ ਅਤੇ ਇਸ ਦੌਰਾਨ ਕਈ ਬੱਚੇ ਅਣਜਾਣ ਬਾਲਗਾਂ ਨਾਲ ਭੀਖ ਮੰਗਦੇ ਪਾਏ ਗਏ।

ਭਗਵੰਤ ਮਾਨ ਸਰਕਾਰ ਨੇ ਬਾਲ ਵਿਆਹ ਵਿਰੁੱਧ ਵੀ ਸਖ਼ਤ ਕਾਰਵਾਈ ਕਰਦਿਆਂ ਚਾਰ ਸਾਲਾਂ ਦੌਰਾਨ 165 ਰਿਪੋਰਟ ਕੀਤੇ ਗਏ ਮਾਮਲਿਆਂ ਵਿੱਚੋਂ 150 ਨੂੰ ਮੌਕੇ ‘ਤੇ ਹੀ ਰੋਕਿਆ ਅਤੇ ਬਾਕੀ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਅਤੇ ਇਸ ਦੇ ਨਾਲ ਹੀ ਸਲਾਹ ਅਤੇ ਪੁਨਰਵਾਸ ਸਹਾਇਤਾ ਵੀ ਦਿੱਤੀ।

ਇਸ ਤੋਂ ਇਲਾਵਾ 11,000 ਤੋਂ ਵੱਧ ਗਰੀਬ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪ੍ਰਤੀ ਮਹੀਨਾ 4,000 ਰੁਪਏ ਪ੍ਰਾਪਤ ਕੀਤੇ ਹਨ। ਸਰਕਾਰੀ ਵਿਸ਼ੇਸ਼ ਗੋਦ ਲੈਣ ਵਾਲੀਆਂ 16 ਨਵੀਆਂ ਏਜੰਸੀਆਂ ਦੀ ਸਥਾਪਨਾ ਨਾਲ ਗੋਦ ਲੈਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਹੈ, ਜਿਸ ਦੇ ਨਤੀਜੇ ਵਜੋਂ ਹੁਣ ਤੱਕ 164 ਬੱਚੇ ਸਫਲਤਾਪੂਰਵਕ ਗੋਦ ਲਏ ਗਏ ਹਨ।

ਇਹ ਪ੍ਰਾਪਤੀਆਂ ਭਗਵੰਤ ਮਾਨ ਸਰਕਾਰ ਦੀ ਪਾਰਦਰਸ਼ੀ ਸ਼ਾਸਨ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦੀਆਂ ਹਨ। ਸਮਾਜ ਦੇ ਹਾਸ਼ੀਏ 'ਤੇ ਧੱਕੇ ਵਰਗਾਂ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਦੁਆਰਾ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਗਿਆ ਸੀ, ਵੱਲ ਹੁਣ ਵਿਸ਼ੇਸ਼ ਧਿਆਨ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਹਰ ਯੋਗ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਰਿਹਾ ਹੈ।

ਬਲਤੇਜ ਪੰਨੂ ਨੇ ਕਿਹਾ : 2016 ਵਿਚ ਅਕਾਲੀ ਦਲ ਨੇ ਵੀ ਖੇਤਰੀ ਬੱਸਾਂ ਨੂੰ ਕਰਵਾਇਆ ਸੀ ਅਜਿਹਾ ਰੰਗ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਇਮਾਰਤਾਂ ਤੋਂ ਲੈ ਕੇ ਸਰਕਾਰੀ ਬੱਸਾਂ ਦੇ ਬਦਲੇ ਜਾ ਰਹੇ ਰੰਗ ਨੂੰ ਲੈ ਕੇ ਸੂਬੇ ਦੀ ਭਗਵੰਤ ਮਾਨ ਸਰਕਾਰ ਘਿਰਦੀ ਜਾ ਰਹੀ ਹੈ। ਸ਼ੋ੍ਰਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਣੇ ਹੋਰ ਵਿਰੋਧੀ ਸਿਆਸੀ ਪਾਰਟੀਆਂ ਇਸ ਮੁੱਦੇ ’ਤੇ ਸਰਕਾਰ ਨੂੰ ਘੇਰ ਰਹੀਆਂ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਲੈ ਕੇ ਪਲਟਵਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਨੇ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਸਰਕਾਰੀ ਬੱਸਾਂ ਦਾ ਇਹ ਕਲਰ ਕੰਬੀਨੇਸ਼ਨ ਉਨ੍ਹਾਂ ਦੀ ਸਰਕਾਰ ਸਮੇਂ ਹੀ ਸ਼ੁਰੂ ਹੋਇਆ ਸੀ। ਪੰਨੂ ਨੇ ਲੁਧਿਆਣਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2016 ਵਿਚ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੀ ਗਠਜੋੜ ਸਰਕਾਰ ਨੇ ਖੇਤਰੀ ਬੱਸਾਂ ਨੂੰ ਇਹੀ ਰੰਗ ਕਰਵਾਇਆ ਸੀ। ਪੰਨੂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਜੋ ਪਾਣੀ ਵਿਚ ਚੱਲਣ ਵਾਲੀ ਬੱਸ ਦਾ ਸ਼ਿਗੂਫਾ ਛੱਡਿਆ ਸੀ, ਉਸ ਬੱਸ ਦਾ ਵੀ ਇਹੀ ਰੰਗ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸਰਕਾਰੀ ਪੀਆਰਟੀਸੀ ਬੱਸਾਂ ਦਾ ਰੰਗ ਪੀਲਾ ਅਤੇ ਨੀਲਾ ਕੀਤੇ ਜਾਣ ’ਤੇ ਸ਼ੋ੍ਰਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਪਾਰਟੀ ਨੇ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ।  

ਮੰਡੀ ਗੋਬਿੰਦਗੜ੍ਹ, 5 ਮਾਰਚ: ਦੇਸ਼ ਭਗਤ ਯੂਨੀਵਰਸਿਟੀ ਦੇ ਫਾਰਮੇਸੀ ਫੈਕਲਟੀ ਦੇ ਪਲੇਸਬੋ ਕਲੱਬ ਨੇ ਆਈਕਿਊਏਸੀ ਦੇ ਸਹਿਯੋਗ ਨਾਲ ਆਪਣੇ ਅਕਾਦਮਿਕ ਪਾਠਕ੍ਰਮ ਦੇ ਹਿੱਸੇ ਵਜੋਂ ਬੀ. ਫਾਰਮ 6ਵੇਂ ਅਤੇ 8ਵੇਂ ਸਮੈਸਟਰ ਦੇ ਵਿਦਿਆਰਥੀਆਂ ਦਾ ਇੱਕ ਦਿਨ੍ਹਾਂ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ।
ਇਹ ਪ੍ਰੋਗਰਾਮ ਡਾ. ਸ਼ਫਕਤ ਅਤੇ ਡਾ. ਇਮਤਿਆਜ਼ ਦੀ ਨਿਗਰਾਨੀ ਹੇਠ ਕਰਵਾਇਆ ਗਿਆ, ਜਿਸ ਵਿੱਚ ਸਕੂਲ ਆਫ਼ ਫਾਰਮੇਸੀ ਅਤੇ ਸਰਦਾਰ ਲਾਲ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਦੇ ਫੈਕਲਟੀ ਮੈਂਬਰਾਂ ਦਾ ਸਰਗਰਮ ਸਹਿਯੋਗ ਸ਼ਾਮਲ ਸੀ।
ਵਿਦਿਆਰਥੀਆਂ ਨੇ ਬੱਦੀ (ਹਿਮਾਚਲ ਪ੍ਰਦੇਸ਼) ਵਿਖੇ ਸਥਿਤ ਸੈਲਸ ਫਾਰਮਾਸਿਊਟੀਕਲਜ਼ ਦਾ ਦੌਰਾ ਕੀਤਾ, ਤਾਂ ਜੋ ਫਾਰਮਾਸਿਊਟੀਕਲ ਨਿਰਮਾਣ ਪ੍ਰਕਿਰਿਆਵਾਂ, ਗੁਣਵੱਤਾ ਨਿਯੰਤਰਣ ਪ੍ਰਣਾਲੀਆਂ ਅਤੇ ਉਦਯੋਗ ਵਿੱਚ ਅਪਣਾਈਆਂ ਜਾਣ ਵਾਲੀਆਂ ਰੈਗੂਲੇਟਰੀ ਪਾਲਣਾ ਅਭਿਆਸਾਂ ਦਾ ਵਿਹਾਰਕ ਅਨੁਭਵ ਪ੍ਰਾਪਤ ਕੀਤਾ ਜਾ ਸਕੇ।
ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਡੇ ਪੱਧਰ ’ਤੇ ਉਤਪਾਦਨ ਪ੍ਰਕਿਰਿਆਵਾਂ ਨੂੰ ਸਮਝਣ, ਚੰਗੇ ਨਿਰਮਾਣ ਅਭਿਆਸਾਂ ਦਾ ਨਿਰੀਖਣ ਕਰਨ, ਗੁਣਵੱਤਾ ਨਿਯੰਤਰਣ ਅਤੇ ਗੁਣਵੱਤਾ ਭਰੋਸਾ ਪ੍ਰਕਿਰਿਆਵਾਂ ਬਾਰੇ ਸਿੱਖਣ ਅਤੇ ਦਸਤਾਵੇਜ਼ੀਕਰਨ ਅਤੇ ਰੈਗੂਲੇਟਰੀ ਜ਼ਰੂਰਤਾਂ ਬਾਰੇ ਸਮਝ ਪ੍ਰਾਪਤ ਕਰਨ ਵਿੱਚ ਮਦਦ ਕਰਨਾ ਸੀ।
ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਉਤਪਾਦਨ ਯੂਨਿਟ, ਗੁਣਵੱਤਾ ਨਿਯੰਤਰਣ ਪ੍ਰਯੋਗਸ਼ਾਲਾ, ਗੁਣਵੱਤਾ ਭਰੋਸਾ ਸੈਕਸ਼ਨ, ਪੈਕੇਜਿੰਗ ਯੂਨਿਟ ਅਤੇ ਵੇਅਰਹਾਊਸ ਸਮੇਤ ਮੁੱਖ ਵਿਭਾਗਾਂ ਦਾ ਦੌਰਾ ਕੀਤਾ। ਉਦਯੋਗ ਦੇ ਪੇਸ਼ੇਵਰਾਂ ਨੇ ਫਾਰਮਾਸਿਊਟੀਕਲ ਸੈਕਟਰ ਵਿੱਚ ਨਿਰਮਾਣ ਤਕਨੀਕਾਂ, ਪਾਲਣਾ ਮਿਆਰਾਂ ਅਤੇ ਕਰੀਅਰ ਦੇ ਮੌਕਿਆਂ ਬਾਰੇ ਵਿਦਿਆਰਥੀਆਂ ਨੂੰ ਦੱਸਿਆ।
ਇਸ ਦੌਰੇ ਨੇ ਕੀਮਤੀ ਵਿਹਾਰਕ ਸੰਪਰਕ ਪ੍ਰਦਾਨ ਕੀਤਾ ਅਤੇ ਵਿਦਿਆਰਥੀਆਂ ਨੂੰ ਰੈਗੂਲੇਟਰੀ ਅਭਿਆਸਾਂ ਦੀ ਸਮਝ ਵਿੱਚ ਵਾਧਾ ਕੀਤਾ। 

ਵੱਡੀ ਗਿਣਤੀ ’ਚ ਸੰਗਤ ਨੇ ਗੁਰਦੁਆਰਾ ਸਾਹਿਬਾਨਾਂ ’ਚ ਟੇਕਿਆ ਮੱਥਾ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ‘ਹੋਲਾ ਮਹੱਲਾ’ ਖਾਲਸਾਈ ਰਵਾਇਤਾਂ ਅਨੁਸਾਰ ਸੰਪੰਨ ਹੋ ਗਿਆ । ਛੇ ਰੋਜ਼ਾ ਹੋਲਾ ਮਹੱਲਾ ਦੇ ਦੂਜੇ ਪੜਾਅ ਤਹਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਸਮਾਗਮ ਸ਼ੁਰੂ ਹੋ ਗਏ ਸਨ। ਅੱਜ ਅੰਤਿਮ ਦਿਨ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬੁੱਢਾ ਦਲ ਦੀ ਅਗਵਾਈ ਹੇਠ ਮਹੱਲਾ ਸਜਾਇਆ ਗਿਆ। ਗੁਰਦੁਆਰਾ ਮਾਤਾ ਜੀਤੋ ਜੀ ਅਗੰਮਪੁਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਜੰਗਜੂ ਕਰਤੱਵ ਦਿਖਾਏ ਗਏ, ਜਦੋ ਕਿ ਸ਼੍ਰੋਮਣੀ ਕਮੇਟੀ ਵਲੋਂ ਵੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਨ੍ਹਾਂ ਸਮਾਗਮਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਲੱਖਾਂ ਸੰਗਤਾਂ ਨੇ ਵੀ ਹਾਜ਼ਰੀ ਲਗਵਾਈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.