Monday, 15 June 2026

 


ਚੰਡੀਗੜ੍ਹ, : 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 571 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 26ਵੇਂ ਦਿਨ, ਪੁਲਿਸ ਟੀਮਾਂ ਨੇ 193 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9437 ਹੋ ਗਈ ਹੈ।

ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 108 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" 351ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 44 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.7 ਕਿਲੋ ਹੈਰੋਇਨ, 210 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.28 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 351 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,674 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

*• ਹਰਜੋਤ ਸਿੰਘ ਬੈਂਸ ਨੇ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਪੁਲਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ*

ਚੰਡੀਗੜ੍ਹ, : 
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਚਾਰ ਪੁਲ ਸ਼ਾਮਲ ਹਨ, ਜੋ 100 ਤੋਂ ਵੱਧ ਪਿੰਡਾਂ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨਾਲ ਸੰਪਰਕ ਨੂੰ ਬਿਹਤਰ ਬਣਾਉਣਗੇ।

ਰੋਪੜ ਜ਼ਿਲ੍ਹੇ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਚਾਰ ਪੁਲਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ. ਬੈਂਸ ਨੇ ਕਿਹਾ ਕਿ ਭੱਲੜੀ-ਖੇੜਾ ਕਲਮੋਟ, ਐਲਗਰਾਂ, ਕਲਿੱਤਰਾਂ-ਬੇਲਾ ਧਿਆਨੀ ਅਤੇ ਬੇਲਾ ਧਿਆਨੀ-ਪਲਾਸੀ ਵਿਖੇ ਪੁਲਾਂ ਦੀ ਉਸਾਰੀ ਨਾਲ ਆਉਣ-ਜਾਣ ਦੇ ਸਮੇਂ ਵਿੱਚ ਕਮੀ ਆਵੇਗੀ, ਅੰਤਰ-ਰਾਜੀ ਵਪਾਰ ਨੂੰ ਹੁਲਾਰਾ ਮਿਲੇਗਾ ਅਤੇ ਖੇਤਰ ਵਿੱਚ ਆਰਥਿਕ ਵਿਕਾਸ ਵਧੇਗਾ ਅਤੇ ਸਥਾਨਕ ਨਿਵਾਸੀਆਂ ਨੂੰ ਬਹੁਤ ਲਾਭ ਮਿਲੇਗਾ।

ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੋਜੈਕਟਾਂ 'ਤੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਗੁਣਵੱਤਾ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਦੇਰੀ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਕਾਸ ਅਤੇ ਪੰਜਾਬ ਦੇ ਲੋਕਾਂ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਹੁਰਾਇਆ।

*ਮਹਾ ਸ਼ਿਵਰਾਤਰੀ ਪ੍ਰਾਚੀਨ ਪਰੰਪਰਾ ਵਾਲਾ ਸੱਭਿਆਚਾਰਕ ਤਿਉਹਾਰ ਹੈ: ਅਰਵਿੰਦ ਕੇਜਰੀਵਾਲ*

*ਭਗਵਾਨ ਭੋਲੇ ਨਾਥ ਦਾ ਆਸ਼ੀਰਵਾਦ ਹਮੇਸ਼ਾ ਤੁਹਾਡੇ ਸਾਰਿਆਂ 'ਤੇ ਬਣਿਆ ਰਹੇ ਅਤੇ ਦੇਸ਼ ਤੇ ਪੰਜਾਬ ਤਰੱਕੀ ਕਰਦੇ ਰਹਿਣ: ਅਰਵਿੰਦ ਕੇਜਰੀਵਾਲ*

*ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੱਕ ਪੰਜਾਬ ਆਪਣੀ ਸ਼ਾਨਦਾਰ ਵਿਰਾਸਤ ਦਾ ਸਨਮਾਨ ਕਰਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਧੂਰੀ, : 
ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰਯੋਗ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਇਤਿਹਾਸਕ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਪੰਜਾਬ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਸ਼ੀਰਵਾਦ ਮੰਗਿਆ। ਤਿਉਹਾਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ‘ਆਪ' ਮੁਖੀ ਨੇ ਮਹਾਸ਼ਿਵਰਾਤਰੀ ਨੂੰ ਭਾਰਤ ਦੀ ਪ੍ਰਾਚੀਨ ਅਧਿਆਤਮਿਕ ਪਰੰਪਰਾ ਵਾਲਾ ਤਿਉਹਾਰ ਦੱਸਿਆ ਅਤੇ ਪ੍ਰਾਰਥਨਾ ਕੀਤੀ ਕਿ ਭਗਵਾਨ ਭੋਲੇ ਨਾਥ ਦੀ ਕਿਰਪਾ ਹਮੇਸ਼ਾ ਹਰੇਕ ਨਾਗਰਿਕ 'ਤੇ ਬਣੀ ਰਹੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਉਣ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਤੱਕ ਪੰਜਾਬ ਆਪਣੀ ਸ਼ਾਨਦਾਰ ਵਿਰਾਸਤ ਨੂੰ ਮਾਣ ਅਤੇ ਸ਼ਰਧਾ ਨਾਲ ਸਤਿਕਾਰ ਦਿੰਦਾ ਰਹਿੰਦਾ ਹੈ।

ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ 'ਤੇ ‘ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ: "ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਮੈਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਧੂਰੀ ਦੇ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਪ੍ਰਾਰਥਨਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਮਹਾਦੇਵ ਦੀ ਬ੍ਰਹਮ ਊਰਜਾ ਮਨ ਨੂੰ ਸ਼ਾਂਤੀ ਅਤੇ ਆਤਮਾ ਨੂੰ ਨਵੀਂ ਤਾਕਤ ਦਿੰਦੀ ਹੈ। ਭਗਵਾਨ ਭੋਲੇ ਨਾਥ ਦਾ ਆਸ਼ੀਰਵਾਦ ਹਮੇਸ਼ਾ ਤੁਹਾਡੇ ਸਾਰਿਆਂ 'ਤੇ ਬਣਿਆ ਰਹੇ ਅਤੇ ਦੇਸ਼ ਤੇ ਪੰਜਾਬ ਤਰੱਕੀ ਤੇ ਖ਼ੁਸ਼ਹਾਲੀ ਵੱਲ ਵਧਦੇ ਰਹਿਣ।"

ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਕਿਹਾ: "ਅੱਜ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਮੈਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਨਾਲ ਧੂਰੀ ਹਲਕੇ ਦੇ ਪਿੰਡ ਰਣੀਕੇ ਸਥਿਤ ਸ਼੍ਰੀ ਰਣਕੇਸ਼ਵਰ ਮੰਦਿਰ ਵਿੱਚ ਭਗਵਾਨ ਸ਼ਿਵ ਦਾ ਆਸ਼ੀਰਵਾਦ ਲਿਆ ਅਤੇ ਮੱਥਾ ਟੇਕਿਆ। ਮੈਂ ਦੇਸ਼ ਦੀ ਖ਼ੁਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਅਤੇ ਸਾਰਿਆਂ ਵਿੱਚ ਸਥਾਈ ਭਾਈਚਾਰੇ ਲਈ ਪ੍ਰਾਰਥਨਾ ਕੀਤੀ। ਭਗਵਾਨ ਸ਼ਿਵ ਦਾ ਆਸ਼ੀਰਵਾਦ ਹਮੇਸ਼ਾ ਸਾਰਿਆਂ 'ਤੇ ਬਣਿਆ ਰਹੇ।"

'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ।" ਉਨ੍ਹਾਂ ਕਿਹਾ, "ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਅਸੀਂ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਲੋਕਾਈ ਦੀ ਭਲਾਈ ਲਈ ਪ੍ਰਾਰਥਨਾ ਕੀਤੀ।" ਉਨ੍ਹਾਂ ਕਿਹਾ, "ਮਹਾਸ਼ਿਵਰਾਤਰੀ ਲੋਕਾਂ ਨੂੰ ਸੱਚ ਦੀ ਭਾਲ ਵੱਲ ਯਤਨ ਕਰਨ ਲਈ ਪ੍ਰੇਰਿਤ ਕਰਦੀ ਹੈ, ਜੋ ਭਗਵਾਨ ਸ਼ਿਵ ਦੁਆਰਾ ਦਰਸਾਈ ਗਈ ਅੰਤਮ ਚੇਤਨਾ ਵੱਲ ਲੈ ਜਾਂਦੀ ਹੈ।" ਉਨ੍ਹਾਂ ਅੱਗੇ ਕਿਹਾ, "ਇਹ ਤਿਉਹਾਰ ਧਾਰਮਿਕਤਾ, ਸ਼ਰਧਾ, ਆਪਸੀ ਪਿਆਰ ਅਤੇ ਸਦਭਾਵਨਾ 'ਤੇ ਜ਼ੋਰ ਦਿੰਦਾ ਹੈ।"

ਇਸ ਮੌਕੇ ਦੀ ਸੱਭਿਆਚਾਰਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਇੱਕ ਮਹੱਤਵਪੂਰਨ ਤਿਉਹਾਰ ਹੈ, ਜਿਸ ਨੂੰ ਮਹਾਨ ਭਾਰਤੀ ਸੱਭਿਅਤਾ ਦੇ ਆਧਾਰ ਵਜੋਂ ਜਾਣਿਆ ਜਾਂਦਾ ਹੈ।" ਉਨ੍ਹਾਂ ਨੇ ਅੱਗੇ ਕਿਹਾ, "ਸ੍ਰੀ ਰਣਕੇਸ਼ਵਰ ਮਹਾਦੇਵ ਨੂੰ ਪੰਜਾਬ ਦੇ ਮਾਲਵਾ ਖੇਤਰ ਵਿੱਚ ਇੱਕ ਸਤਿਕਾਰਯੋਗ ਸਿੱਧ ਪੀਠ ਮੰਨਿਆ ਜਾਂਦਾ ਹੈ।" ਅਜਿਹੇ ਸਥਾਨਾਂ ਦੀ ਅਧਿਆਤਮਿਕ ਵਿਰਾਸਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, "ਇਤਿਹਾਸਕ ਤੌਰ 'ਤੇ ਸਿੱਧ ਪੀਠਾਂ ਨੂੰ ਪਵਿੱਤਰ ਸਥਾਨ ਮੰਨਿਆ ਜਾਂਦਾ ਹੈ, ਜਿੱਥੇ ਡੂੰਘਾਈ ਨਾਲ ਤਪੱਸਿਆ ਅਤੇ ਅਧਿਆਤਮਿਕ ਅਭਿਆਸ ਕੀਤੇ ਜਾਂਦੇ ਸਨ, ਜਿਸ ਨਾਲ ਬ੍ਰਹਮ ਪ੍ਰਗਟ ਹੁੰਦੇ ਸਨ।"

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਪਰੰਪਰਾ ਵਿੱਚ ਅਜਿਹੇ ਸਥਾਨਾਂ ਦਾ ਬਹੁਤ ਮਹੱਤਵ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਸਦੀਆਂ ਦੀ ਭਗਤੀ ਅਤੇ ਤਪੱਸਿਆ ਦੁਆਰਾ ਅਧਿਆਤਮਿਕ ਸ਼ਕਤੀ ਮਿਲਦੀ ਹੈ।" ਉਨ੍ਹਾਂ ਅੱਗੇ ਕਿਹਾ, "ਇਹ ਮੰਦਰ ਰਵਾਇਤੀ ਤੌਰ 'ਤੇ ਮਹਾਭਾਰਤ ਕਾਲ ਨਾਲ ਜੁੜਿਆ ਹੋਇਆ ਹੈ, ਖਾਸ ਕਰਕੇ ਭਗਵਾਨ ਸ਼ਿਵ ਨੂੰ ਖ਼ੁਸ਼ ਕਰਨ ਲਈ ਅਰਜੁਨ ਦੀ ਤਪੱਸਿਆ ਨਾਲ।" ਉਨ੍ਹਾਂ ਅੱਗੇ ਕਿਹਾ, "ਇਹ ਮੰਨਿਆ ਜਾਂਦਾ ਹੈ ਕਿ ਡੂੰਘੀ ਤਪੱਸਿਆ ਤੋਂ ਬਾਅਦ ਭਗਵਾਨ ਸ਼ਿਵ ਅਰਜੁਨ ਦੇ ਸਾਹਮਣੇ ਪ੍ਰਗਟ ਹੋਏ ਅਤੇ ਉਨ੍ਹਾਂ ਨੂੰ ਬ੍ਰਹਮ ਹਥਿਆਰ ਗਾਂਡੀਵ ਧਨੁਸ਼ ਦਾ ਵਰਦਾਨ ਦਿੱਤਾ।"

ਇਸ ਸਥਾਨ ਨੂੰ ਭਾਰਤ ਦੀ ਮਹਾਂਕਾਵਿ ਵਿਰਾਸਤ ਨਾਲ ਜੋੜਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਥਾਨ ਭਾਰਤ ਦੇ ਮਹਾਨ ਮਹਾਂਕਾਵਾਂ ਵਿੱਚੋਂ ਇੱਕ ਨਾਲ ਸਬੰਧਤ ਹੈ, ਜਿਸ ਨਾਲ ਇਸ ਨੂੰ ਡੂੰਘੀ ਮਿਥਿਹਾਸਕ ਅਤੇ ਇਤਿਹਾਸਕ ਪਛਾਣ ਮਿਲਦੀ ਹੈ।" ਉਨ੍ਹਾਂ ਅੱਗੇ ਕਿਹਾ, "ਸ਼੍ਰੀ ਰਣਕੇਸ਼ਵਰ ਮਹਾਦੇਵ ਮਾਲਵਾ ਪੱਟੀ ਵਿੱਚ ਸ਼ਿਵ ਭਗਤੀ ਦੀ ਇਸ ਨਿਰੰਤਰਤਾ ਨੂੰ ਦਰਸਾਉਂਦਾ ਹੈ।" ਉਨ੍ਹਾਂ ਅੱਗੇ ਕਿਹਾ, "ਇਹ ਪਵਿੱਤਰ ਸਥਾਨ ਇੱਕ ਯਾਦ ਦਿਵਾਉਂਦਾ ਹੈ ਕਿ ਪੰਜਾਬ ਦੀ ਸੱਭਿਆਚਾਰਕ ਪਛਾਣ ਅਧਿਆਤਮਿਕ ਇਤਿਹਾਸ ਦੀਆਂ ਕਈ ਪਰਤਾਂ ਦੁਆਰਾ ਘੜੀ ਗਈ ਹੈ।" ਤਿਉਹਾਰ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, "ਮਹਾਸ਼ਿਵਰਾਤਰੀ ਸਿਰਫ਼ ਇੱਕ ਧਾਰਮਿਕ ਤਿਉਹਾਰ ਨਹੀਂ ਹੈ, ਸਗੋਂ ਪ੍ਰਾਚੀਨ ਸੱਭਿਅਤਾ ਨਾਲ ਸਬੰਧਤ ਹੈ।”

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਤਿਉਹਾਰ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦੇ ਬ੍ਰਹਮ ਮਿਲਾਪ ਦੀ ਯਾਦ ਦਿਵਾਉਂਦਾ ਹੈ ਅਤੇ ਅਧਿਆਤਮਿਕ ਜਾਗ੍ਰਿਤੀ ਅਤੇ ਸਵੈ-ਅਨੁਸ਼ਾਸਨ ਦਾ ਪ੍ਰਤੀਕ ਹੈ।” ਉਨ੍ਹਾਂ ਅੱਗੇ ਕਿਹਾ, “ਇੰਨੀ ਇਤਿਹਾਸਕ ਤੌਰ 'ਤੇ ਮਹੱਤਵਪੂਰਨ ਤਪਸਥਲੀ 'ਤੇ ਮਹਾਸ਼ਿਵਰਾਤਰੀ ਮਨਾਉਣਾ ਪੁਰਾਣੇ ਰੀਤੀ-ਰਿਵਾਜਾਂ ਅਤੇ ਵਿਸ਼ਵਾਸ ਦੀ ਨਿਰੰਤਰਤਾ ਨੂੰ ਮਜ਼ਬੂਤ ਕਰਦਾ ਹੈ।” ਉਨ੍ਹਾਂ ਕਿਹਾ, “ਸ਼੍ਰੀ ਰਣਕੇਸ਼ਵਰ ਮਹਾਦੇਵ ਵਿਖੇ ਸਾਲਾਨਾ ਜਸ਼ਨ ਇਸ ਨੂੰ ਵਿਸਾਰੇ ਹੋਏ ਸਮਾਰਕ ਦੀ ਬਜਾਏ ਇੱਕ ਜੀਵੰਤ ਵਿਰਾਸਤੀ ਸਥਾਨ ਵਜੋਂ ਸੁਰੱਖਿਅਤ ਰੱਖਣ ਵਿੱਚ ਮਦਦ ਕਰਦੇ ਹਨ।”

ਇਸ ਸਥਾਨ ਦੀ ਸੱਭਿਆਚਾਰਕ ਮਹੱਤਤਾ ਉਜਾਗਰ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਪਵਿੱਤਰ ਸਥਾਨ ਸਦੀਆਂ ਪੁਰਾਣੀਆਂ ਭਗਤੀ ਪ੍ਰਥਾਵਾਂ ਨੂੰ ਦਰਸਾਉਂਦਾ ਹੈ, ਜੋ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਚੱਲੀਆਂ ਆ ਰਹੀਆਂ ਹਨ।" ਉਨ੍ਹਾਂ ਅੱਗੇ ਕਿਹਾ, "ਰਸਮਾਂ ਦੀ ਨਿਰੰਤਰਤਾ ਦਰਸਾਉਂਦੀ ਹੈ ਕਿ ਵਿਸ਼ਵਾਸ ਪਰੰਪਰਾਵਾਂ ਸਮੇਂ ਦੇ ਨਾਲ ਕਿਵੇਂ ਅਨੁਕੂਲ ਹੁੰਦੀਆਂ ਹਨ, ਜਦੋਂ ਕਿ ਉਨ੍ਹਾਂ ਦਾ ਮੂਲ ਤੱਤ ਕਾਇਮ ਰਹਿੰਦਾ ਹੈ ਅਤੇ ਇਹ ਖੇਤਰ ਦੀ ਅਦਿੱਖ ਸੱਭਿਆਚਾਰਕ ਵਿਰਾਸਤ ਦਾ ਇੱਕ ਮਹੱਤਵਪੂਰਨ ਹਿੱਸਾ ਹੈ।" ਉਨ੍ਹਾਂ ਅੱਗੇ ਕਿਹਾ, "ਅਜਿਹੇ ਸਮਾਗਮ ਮਾਲਵਾ ਖੇਤਰ ਵਿੱਚ ਖੇਤਰੀ ਪਛਾਣ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਦੇ ਹਨ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਨੂੰ ਇੱਕ ਸਾਂਝੇ ਅਧਿਆਤਮਿਕ ਅਤੇ ਸੱਭਿਆਚਾਰਕ ਝੰਡੇ ਹੇਠ ਇਕੱਠੇ ਕਰਦੇ ਹਨ।"

ਵਿਰਾਸਤ ਦੀ ਸੰਭਾਲ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਜ਼ਾਹਰ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਪਹਿਲਾਂ ਹੀ ਨੌਜਵਾਨ ਪੀੜ੍ਹੀਆਂ ਨੂੰ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਲਈ ਸਖ਼ਤ ਮਿਹਨਤ ਕਰ ਰਹੀ ਹੈ।” ਉਨ੍ਹਾਂ ਕਿਹਾ, “ਸੂਬਾ ਸਰਕਾਰ ਪਹਿਲਾਂ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਬੇਮਿਸਾਲ ਢੰਗ ਨਾਲ ਮਨਾ ਚੁੱਕੀ ਹੈ।” ਉਨ੍ਹਾਂ ਅੱਗੇ ਕਿਹਾ, “ਹੁਣ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਬੇਮਿਸਾਲ ਢੰਗ ਨਾਲ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।” ਅੰਤ ਵਿੱਚ ਉਨ੍ਹਾਂ ਕਿਹਾ, “ਸੂਬਾ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਕਰਵਾਇਆ ਜਾਵੇ।”

ਚੰਡੀਗੜ੍ਹ, 12 ਫਰਵਰੀ 2026:

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਤੋਂ ਮਹਿਜ਼ 28 ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਹੋਈ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਸੰਮੇਲਨ ਦਾ ਅਧਿਕਾਰਤ ਲੋਗੋ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ, ਪੰਜਾਬ ਦੇ ਮੁੱਖ ਮੁੱਖ ਸਕੱਤਰ, ਸੀਨੀਅਰ ਸਰਕਾਰੀ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੇ ਨੁਮਾਇੰਦੇ ਸ਼ਾਮਲ ਸਨ। ਸੰਮੇਲਨ ਦੀਆਂ ਤਿਆਰੀਆਂ ਨਾਲ ਜੁੜੇ ਸਾਰੇ ਮੁੱਖ ਵਿਭਾਗ ਵੀ ਸਮੀਖਿਆ ਮੀਟਿੰਗ ਦੌਰਾਨ ਮੌਜੂਦ ਸਨ।

ਇਹ ਸੰਮੇਲਨ 13-15 ਮਾਰਚ 2026 ਨੂੰ ਪਲਾਕਸ਼ਾ ਯੂਨੀਵਰਸਿਟੀ, ਆਈਟੀ ਸਿਟੀ, ਮੋਹਾਲੀ ਵਿਖੇ ਕਰਵਾਇਆ ਜਾਵੇਗਾ ਅਤੇ ਇਹ ‘ਪੰਜਾਬ ਮੀਨਜ਼ ਬਿਜ਼ਨਸ – ਪਾਲਿਸੀ ਟੂ ਪ੍ਰੈਕਟਿਸ’ ਥੀਮ ‘ਤੇ ਕੇਂਦਰਿਤ ਹੈ। ਇਹ ਥੀਮ ਨੀਤੀ ਘੋਸ਼ਣਾਵਾਂ ਤੋਂ ਪਰੇ ਢਾਂਚਾਗਤ ਲਾਗੂਕਰਨ, ਟੀਚਾਗਤ ਨਤੀਜਿਆਂ ਅਤੇ ਨਿਵੇਸ਼ਕ-ਕੇਂਦ੍ਰਿਤ ਪ੍ਰਸ਼ਾਸਨ ਵੱਲ ਵਧਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਨਵਾਂ ਲਾਂਚ ਕੀਤਾ ਗਿਆ ਲੋਗੋ ਪੰਜਾਬ ਦੀ ਆਰਥਿਕ ਤਾਕਤ, ਤਕਨੀਕੀ ਪ੍ਰਗਤੀ, ਸਥਿਰਤਾ ਅਤੇ ਵਿਕਾਸ ਦੀ ਗਤੀ ਨੂੰ ਦਰਸਾਉਂਦਾ ਹੈ। ਇਸ ਡਿਜ਼ਾਈਨ ਵਿੱਚ ਉਦਯੋਗਿਕ ਵਿਸਥਾਰ, ਡਿਜੀਟਲ ਪ੍ਰਸ਼ਾਸਨਿਕ ਸੁਧਾਰ, ਸਮੁੱਚਾ ਵਿਕਾਸ ਅਤੇ ਲਚਕੀਲਾਪਣ ਸ਼ਾਮਲ ਹੈ, ਜੋ ਪੰਜਾਬ ਦੇ ਇੱਕ ਪ੍ਰਗਤੀਸ਼ੀਲ, ਸੁਧਾਰ-ਸੰਚਾਲਿਤ ਅਤੇ ਨਿਵੇਸ਼ ਪੱਖੀ ਮਾਹੌਲ ਨੂੰ ਦਰਸਾਉਂਦਾ ਹੈ।

ਮੀਟਿੰਗ ਦੌਰਾਨ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਮੁੱਖ ਮੰਤਰੀ ਨੂੰ ਸੰਮੇਲਨ ਦੀਆਂ ਤਿਆਰੀਆਂ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਆਊਟਰੀਚ ਗਤੀਵਿਧੀਆਂ, ਬੁਨਿਆਦੀ ਢਾਂਚੇ ਸਬੰਧੀ ਤਿਆਰੀਆਂ, ਭਾਈਵਾਲ ਦੇਸ਼ਾਂ ਨਾਲ ਤਾਲਮੇਲ ਅਤੇ ਵਿਭਾਗੀ ਤਿਆਰੀਆਂ ਸ਼ਾਮਲ ਹਨ। ਇਸ ਤਿੰਨ ਦਿਨਾਂ ਸਮਾਗਮ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਉਣ ਲਈ ਸਥਾਨ ਅਤੇ ਮੁੱਖ ਲੌਜਿਸਟਿਕਲ ਤਿਆਰੀਆਂ ਦੀ ਵਿਆਪਕ ਸਮੀਖਿਆ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੀਤੇ ਗਏ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰੋਡ ਸ਼ੋਅ ਦੌਰਾਨ ਸੂਬੇ ਨੂੰ ਦੁਨੀਆਂ ਭਰ ਦੇ ਉਦਯੋਗਿਕ ਦਿੱਗਜਾਂ ਅਤੇ ਮੁੱਖ ਭਾਈਵਾਲਾਂ ਤੋਂ ਉਤਸ਼ਾਹਜਨਕ ਹੁੰਗਾਰਾ ਮਿਲਿਆ ਹੈ। ਪ੍ਰਮੁੱਖ ਭਾਰਤੀ ਸ਼ਹਿਰਾਂ ਅਤੇ ਵਿਸ਼ਵਵਿਆਪੀ ਨਿਵੇਸ਼ ਕੇਂਦਰਾਂ ਵਿੱਚ ਸ਼ਮੂਲੀਅਤ ਨੇ ਪੰਜਾਬ ਦੀ ਬਿਹਤਰ ਸ਼ਾਸਨ ਪ੍ਰਣਾਲੀ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਖੇਤਰੀ ਵਿਕਾਸ ਦੇ ਮੌਕਿਆਂ ਵਿੱਚ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸੰਮੇਲਨ ਭਾਈਵਾਲੀ, ਸਹਿ-ਰਚਨਾ ਅਤੇ ਲਾਗੂਕਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਨੀਤੀਆਂ ਉਦਯੋਗਾਂ ਨਾਲ ਸਲਾਹ-ਮਸ਼ਵਰਾ ਕਰਕੇ ਬਣਾਈਆਂ ਜਾਣ ਅਤੇ ਨਿਰਧਾਰਤ ਸਮਾਂ-ਸੀਮਾਵਾਂ ਤੇ ਡਿਜੀਟਲ ਜਵਾਬਦੇਹੀ ਵਿਧੀਆਂ ਰਾਹੀਂ ਲਾਗੂ ਕੀਤੀਆਂ ਜਾਣ।"

ਉਨ੍ਹਾਂ ਕਿਹਾ, "ਪੰਜਾਬ ਦੇ ਸੁਧਾਰ ਪੱਖੀ ਪ੍ਰਸ਼ਾਸਨ ਮਾਡਲ ਸਦਕਾ ਪਹਿਲਾਂ ਹੀ ਠੋਸ ਨਤੀਜੇ ਸਾਹਮਣੇ ਆਏ ਹਨ। ਸੂਬੇ ਨੂੰ ਲਗਭਗ 1.5 ਲੱਖ ਕਰੋੜ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ ਅਤੇ 5 ਲੱਖ ਤੋਂ ਵੱਧ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਜੋ ਪੰਜਾਬ ਦੀਆਂ ਨੀਤੀਆਂ ਵਿੱਚ ਭਰੋਸੇਯੋਗਤਾ ਅਤੇ ਮਜ਼ਬੂਤ ਲਾਗੂਕਰਨ ਸਮਰੱਥਾ ਦਾ ਪ੍ਰਤੱਖ ਪ੍ਰਮਾਣ ਹੈ।"

ਸੰਮੇਲਨ ਦਾ ਲੋਗੋ ਜਾਰੀ ਕਰਨਾ ਇਸ ਸਮਾਗਮ ਲਈ ਕਾਫੀ ਅਹਿਮ ਹੈ ਅਤੇ ਇਹ ਸਥਾਨਕ ਅਤੇ ਵਿਸ਼ਵਵਿਆਪੀ ਨਿਵੇਸ਼ਕਾਂ ਦਾ ਸਵਾਗਤ ਕਰਨ ਲਈ ਪੰਜਾਬ ਦੀ ਤਿਆਰੀਆਂ ਨੂੰ ਦਰਸਾਉਂਦਾ ਹੈ।

ਜਾਇੰਟ ਡਾਇਰੈਕਟਰ ਰਵੀ ਤਿਵਾੜੀ ਨੂੰ ਜਲੰਧਰ ਤੋਂ ਭੇਜਿਆ ਚੇਨਈ

ਜਲੰਧਰ/ਬਿਊਰੋ ਨਿਊਜ਼ 

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਲੰਧਰ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫਤਰ ਦੇ ਇੰਚਾਰਜ ਜਾਇੰਟ ਡਾਇਰੈਕਟਰ ਰਵੀ ਤਿਵਾੜੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਆਈ.ਆਰ.ਐਸ. ਅਧਿਕਾਰੀ ਰਵੀ ਤਿਵਾੜੀ ਦੀ ਬਦਲੀ ਚੇਨਈ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਇਹ ਉਹੀ ਅਫਸਰ ਹੈ ਜਿਸ ਦੇ ਨਿਰਦੇਸ਼ਾਂ ਤਹਿਤ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਵਲੋਂ ਇਕ ਪੁਰਾਣੇ ਮਾਮਲੇ ਵਿਚ 12 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰਵੀ ਤਿਵਾੜੀ ਦੇ ਤਬਾਦਲੇ ਦਾ ਕੈਪਟਨ ਅਮਰਿੰਦਰ ਸਿੰਘ ਨੂੰ ਜਾਰੀ ਕੀਤੇ ਗਏ ਸੰਮਣ ਨਾਲ ਕੋਈ ਸਬੰਧ ਨਹੀਂ ਹੈ। ਜ਼ਿਕਰਯੋਗ ਹੈ ਕਿ ਇਹ ਸੰਮਣ ਕਾਫੀ ਦਿਨ ਪਹਿਲਾਂ ਜਾਰੀ ਕੀਤੇ ਗਏ ਸਨ, ਪਰ ਇਨ੍ਹਾਂ ਦੀ ਚਰਚਾ ਦੋ ਦਿਨ ਪਹਿਲਾਂ ਹੀ ਹੋਈ ਸੀ। ਰਵੀ ਤਿਵਾੜੀ ਦੀ ਥਾਂ ’ਤੇ ਹੁਣ ਆਈ.ਆਰ.ਐਸ. ਦਿਨੇਸ਼ ਪਰਚੁਰੀ ਨੂੰ ਈ.ਡੀ. ਦਾ ਨਵਾਂ ਐਡੀਸ਼ਨਲ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

 

ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਦਾ ਸੱਦਾ

ਭੂਪੇਸ਼ ਬਘੇਲ ਨੇ ਕਿਹਾ : ਕੈਪਟਨ ਅਮਰਿੰਦਰ ਲਈ ਕਾਂਗਰਸ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸੰਕੇਤ ਦਿੱਤੇ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਬਘੇਲ ਨੇ ਕਿਹਾ ਕਿ ਜੇ ਕੈਪਟਨ ਅਮਰਿੰਦਰ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ ਤਾਂ ਕਾਂਗਰਸ ਹਾਈਕਮਾਂਡ ਇਸ ’ਤੇ ਗੰਭੀਰਤਾ ਨਾਲ ਵਿਚਾਰ ਕਰੇਗੀ। ਭੂਪੇਸ਼ ਬਘੇਲ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਵਿਚ ਘੁਟਣ ਮਹਿਸੂਸ ਕਰ ਰਹੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 

ਚੰਡੀਗੜ੍ਹ/ਅੰਮ੍ਰਿਤਸਰ, 12 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21,800 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ (19), ਵਾਸੀ ਫਤਿਹਗੜ੍ਹ ਚੂੜੀਆਂ, ਬਟਾਲਾ ਅਤੇ ਮੌਜੂਦਾ ਪਤਾ ਛੇਹਰਟਾ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਉਰਫ਼ ਗਗਨ (26) ਵਾਸੀ ਗੁਰੂ ਨਾਨਕਪੁਰਾ, ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਵਿਰੁੱਧ ਅਸਲਾ ਐਕਟ ਅਤੇ ਲੁੱਟ-ਖੋਹ ਨਾਲ ਸਬੰਧਤ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਦੁਬਈ ਸਥਿਤ ਇੱਕ ਹੈਂਡਲਰ ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜਣਾ ਯਕੀਨੀ ਬਣਾਉਂਦਾ ਸੀ ਅਤੇ ਪਿਕਅੱਪ ਸਥਾਨਾਂ ਅਤੇ ਸਪਲਾਈ ਚੇਨ ਬਾਰੇ ਨਿਰਦੇਸ਼ ਦਿੰਦਾ ਸੀ, ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਦੁਬਈ ਸਥਿਤ ਹੈਂਡਲਰ ਨਸ਼ੀਲੇ ਪਦਾਰਥਾਂ ਦੇ ਕਈ ਨੈੱਟਵਰਕਾਂ ਅਤੇ 43 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਵੱਡੇ ਐਨਡੀਪੀਐਸ ਕੇਸ ਨਾਲ ਵੀ ਜੁੜਿਆ ਹੋਇਆ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਸ ਅਤੇ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਯੋਜਨਾਬੱਧ ਆਪਰੇਸ਼ਨ ਚਲਾਇਆ ਅਤੇ ਦੋਵਾਂ ਸ਼ੱਕੀਆਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੁਬਈ ਸਥਿਤ ਹੈਂਡਲਰ ਨਸ਼ੀਲੇ ਪਦਾਰਥਾਂ ਦੇ ਕਈ ਨੈੱਟਵਰਕ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 29 ਮਿਤੀ 11.02.2026 ਨੂੰ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 27-ਏ ਤਹਿਤ ਦਰਜ ਕੀਤੀ ਗਈ ਹੈ।

ਪਿਛਲੇ 6 ਮਹੀਨੇ ਤੋਂ ਖਾਲੀ ਸੀ ਇਹ ਅਹੁਦਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵੀ.ਕੇ. ਸਿੰਘ ਨੂੰ ਪੰਜਾਬ ਰਾਜ ਜਲ ਰੈਗੂਲੇਟਰੀ ਅਥਾਰਟੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਵੀਕੇ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਸੇਵਾ ਨਿਭਾਉਂਦੇ ਰਹੇ ਹਨ ਅਤੇ ਨਵੰਬਰ 2025 ਵਿੱਚ ਸੇਵਾਮੁਕਤ ਹੋਏ ਸਨ। ਇਹ ਅਹੁਦਾ ਕਰੀਬ ਛੇ ਮਹੀਨਿਆਂ ਤੋਂ ਖਾਲੀ ਸੀ। ਅਥਾਰਟੀ ਦੇ ਪਿਛਲੇ ਚੇਅਰਮੈਨ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਸਨ, ਜੋ ਛੇ ਮਹੀਨੇ ਪਹਿਲਾਂ ਸੇਵਾਮੁਕਤ ਹੋਏ ਸਨ। ਇਹ ਅਹੁਦਾ ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਖਾਲੀ ਸੀ। ਪੰਜਾਬ ਰਾਜ ਜਲ ਰੈਗੂਲੇਟਰੀ ਅਥਾਰਟੀ ਸੂਬੇ ਵਿੱਚ ਜਲ ਸਰੋਤਾਂ ਦੀ ਸੰਭਾਲ, ਵਰਤੋਂ ਅਤੇ ਵੰਡ ਨਾਲ ਸਬੰਧਤ ਮਾਮਲਿਆਂ ਦੀ ਨਿਗਰਾਨੀ ਕਰਦੀ ਹੈ। ਪੰਜਾਬ ਦੇ ਡਿੱਗਦੇ ਭੂਮੀਗਤ ਪਾਣੀ ਦੇ ਪੱਧਰ ਅਤੇ ਸਿੰਚਾਈ ’ਤੇ ਵੱਧਦੀ ਨਿਰਭਰਤਾ ਨੂੰ ਦੇਖਦੇ ਹੋਏ ਅਥਾਰਟੀ ਦੀ ਭੂਮਿਕਾ ਨੂੰ ਮਹੱਤਵਪੂਰਨ ਮੰਨਿਆ ਜਾਂਦਾ ਹੈ।


ਚੰਡੀਗੜ੍ਹ, 12 ਫਰਵਰੀ:

ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣਾ ਦ੍ਰਿੜ ਸਟੈਂਡ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੁੱਚੀ ਸੀਨੀਅਰ ਪੁਲਿਸ ਲੀਡਰਸ਼ਿਪ ਨੂੰ ਸੁਰੱਖਿਆ ਵਿਵਸਥਾ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਅਮਨ ਕਾਨੂੰਨ ਵਿਵਸਥਾ ਯਕੀਨੀ ਬਣਾਇਆ ਜਾਵੇ।
ਪੁਲਿਸ ਕਮਿਸ਼ਨਰਾਂ, ਇੰਸਪੈਕਟਰ ਜਨਰਲ (ਆਈਜੀ), ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ (ਐਸ.ਐਸ.ਪੀ.) ਨਾਲ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ ‘ਤੇ ਵਾਰ' ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਨਸ਼ਿਆਂ ਦੇ ਖ਼ਤਰੇ ਅਤੇ ਗੈਂਗਸਟਰ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨਾ ਚਾਹੀਦਾ ਹੈ।

ਸਮੁੱਚੇ ਤਾਲਮੇਲ, ਜਵਾਬਦੇਹੀ ਅਤੇ ਜ਼ਮੀਨੀ ਪੱਧਰ 'ਤੇ ਪ੍ਰਤੱਖ ਨਤੀਜਿਆਂ ਦੀ ਉਮੀਦ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ 'ਆਪ' ਸਰਕਾਰ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਰਾਖੀ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕਾਨੂੰਨ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ, ਉੱਥੇ ਹੀ ਪੰਜਾਬ ਦੇ ਨੌਜਵਾਨਾਂ ਲਈ ਲੰਬੇ ਸਮੇਂ ਵਾਸਤੇ ਸੁਰੱਖਿਅਤ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣ, ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਰੀਅਰ ਕਾਉਂਸਲਿੰਗ ਨੂੰ ਸੰਸਥਾਗਤ ਬਣਾਉਣ 'ਤੇ ਵੀ ਨਿਰਭਰ ਕਰਦੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਅਤੇ ਅਪਰਾਧ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ।

ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਰਹੀ ਹੈ ਅਤੇ ਸਮੇਂ ਦੀ ਲੋੜ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਅਤੇ ਗੈਂਗਸਟਰਾਂ ਦਾ ਖਾਤਮਾ ਕਰਕੇ ਇਸ ਵਿਰਾਸਤ ਨੂੰ ਕਾਇਮ ਰੱਖਿਆ ਜਾਵੇ ਅਤੇ ਇਸ ਕਾਰਜ ਲਈ ਉਨ੍ਹਾਂ ਸਾਰਿਆਂ ਨੂੰ ਅਹਿਮ ਭੂਮਿਕਾ ਨਿਭਾਉਣੀ ਪਵੇਗੀ।

ਹੁਣ ਤੱਕ ਦੀ ਪ੍ਰਗਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਨਾਲ ਸੂਬਾ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ ‘ਤੇ ਵਾਰ' ਸਫਲਤਾਪੂਰਵਕ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਦੀ ਕੋਹੜ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਦੋਵਾਂ ਮੁਹਿੰਮਾਂ ਦੇ ਨਤੀਜੇ ਸ਼ਾਨਦਾਰ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦੋਵਾਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨਾ ਸਮੇਂ ਦੀ ਲੋੜ ਹੈ ਅਤੇ ਇਸ ਲਈ ਹਰ ਅਧਿਕਾਰੀ ਨੂੰ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ।

ਸਖ਼ਤ ਨਿਗਰਾਨੀ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਰੋਜ਼ਾਨਾ ਇਨ੍ਹਾਂ ਮੁਹਿੰਮਾਂ ਦੀ ਪ੍ਰਗਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਦਾ ਰਹਾਂਗਾ ਤਾਂ ਜੋ ਸੂਬੇ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਤੋਂ ਮੁਕਤ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਮੁਲਾਜ਼ਮ ਨਿਗਰਾਨੀ ਹੇਠ ਹੈ ਅਤੇ ਉਨ੍ਹਾਂ ਨੂੰ ਵਧੀਆ ਢੰਗ ਨਾਲ ਡਿਊਟੀ ਕਰਨ ਲਈ ਇਨਾਮ ਦਿੱਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਜਵਾਬਦੇਹ ਠਹਿਰਾਇਆ ਜਾਵੇਗਾ। ਇਨ੍ਹਾਂ ਦੋਵਾਂ ਮੁਹਿੰਮਾਂ ਤਹਿਤ ਸ਼ਾਨਦਾਰ ਡਿਊਟੀ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ, ਜਿਸ ਲਈ ਹਰੇਕ ਮੁਲਾਜ਼ਮ ਨੂੰ ਸਖ਼ਤ ਮਿਹਨਤ ਕਰਨੀ ਹੋਵੇਗੀ।

ਸੂਬਾ ਸਰਕਾਰ ਵੱਲੋਂ ਦਿਲੋਂ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਦੀਆਂ ਜ਼ਰੂਰਤਾਂ ਅਨੁਸਾਰ ਸਟਾਫ਼, ਵਹੀਕਲ ਫਲੀਟ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਰਾਦਾ ਸਪੱਸ਼ਟ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨਾਲ, ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਬਹੁਤ ਬਿਹਤਰ ਹੈ।

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨਕਾਲਾਂ ਦੇ ਮੁਕਾਬਲੇ ਸੂਬੇ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ ਕਿਉਂਕਿ ਹੁਣ ਪੁਲਿਸ ਫੋਰਸ ਨੂੰ ਝੂਠੇ ਕੇਸ ਦਰਜ ਕਰਨ ਲਈ ਨਹੀਂ ਵਰਤਿਆ ਜਾਂਦਾ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਵੱਲੋਂ ਅਪਰਾਧੀਆਂ ਦੀ ਕੋਈ ਸਰਪ੍ਰਸਤੀ ਨਹੀਂ ਕੀਤੀ ਜਾ ਰਹੀ।

ਮੁੱਖ ਮੰਤਰੀ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਸੂਬੇ ਭਰ ਵਿੱਚ ਹਥਿਆਰਾਂ ਦੇ ਲਾਇਸੈਂਸਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਹਥਿਆਰ ਦੇ ਲਾਇਸੈਂਸ ਦੀ ਵਰਤੋਂ ਕਿਸੇ ਅਪਰਾਧ ਲਈ ਕੀਤੀ ਜਾਂਦੀ ਹੈ, ਤਾਂ ਜ਼ਿਲ੍ਹਾ ਅਧਿਕਾਰੀ ਉਸ ਦੇ ਲਾਇਸੈਂਸ ਨੂੰ ਤੁਰੰਤ ਰੱਦ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਪੂਰੀ ਤਰ੍ਹਾਂ ਗੈਰ-ਵਾਜਬ ਹੈ। ਇਸ ਮੁਹਿੰਮ ਨੂੰ ਧਿਆਨ ਨਾਲ ਯੋਜਨਾਬੱਧ ਕੀਤਾ ਜਾਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਰੁਕਾਵਟ ਦੇ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਰੁੱਝੇ ਰੱਖਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕਿ ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੈ, ਇਸ ਲਈ ਸੂਬਾ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਿਆ ਜਾ ਸਕੇ।

ਸਕੂਲ ਡਰੋਪਆਊਟ ਦਰ ਨੂੰ ਰੋਕਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਦੇ ਸੰਵੇਦਨਸ਼ੀਲ ਖੇਤਰਾਂ ਅਤੇ ਸਮੂਹਾਂ ਵਿੱਚ, ਸਿੱਖਿਆ ਵਿਭਾਗ ਨੂੰ ਢੁੱਕਵਾਂ ਉਪਾਅ ਕਰਨ ਅਤੇ ਇਸਦੀ ਜਾਂਚ ਕਰਨ ਲਈ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਆਪਕ ਪੱਧਰ ਉਤੇ ਕਰੀਅਰ ਕਾਉਂਸਲਿੰਗ ਪ੍ਰੋਗਰਾਮ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਅਤੇ ਚੰਡੀਗੜ੍ਹ ਵਿਚ ਦਿਨ ਵੇਲੇ ਦੀ ਠੰਡ ਖਤਮ ਹੋ ਗਈ ਹੈ ਅਤੇ ਹੁਣ ਲੋਕਾਂ ਨੂੰ ਸਵੇਰੇ ਤੇ ਸ਼ਾਮ ਨੂੰ ਹੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਚੱਲਦਿਆਂ ਫਰੀਦਕੋਟ ਵਿਚ ਤਾਪਮਾਨ 27.4 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਚ ਇਕਦਮ ਹੋ ਰਹੇ ਬਦਲਾਅ ਦੇ ਚੱਲਦਿਆਂ ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ 17 ਫਰਵਰੀ ਨੂੰ ਪੰਜਾਬ ਅਤੇ ਨੇੜਲੇ ਖੇਤਰਾਂ ਵਿਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਹਲਕਾ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ 14 ਤੇ 15 ਫਰਵਰੀ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। 

ਚੰਡੀਗੜ੍ਹ/ਐਸ.ਏ.ਐਸ. ਨਗਰ, 12 ਫਰਵਰੀ:

ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਸਕੂਲ ਚੰਡੀਗੜ੍ਹ ਦੇ ਨੇੜੇ ਸਥਿਤ ਹੋਣ ਦੇ ਬਾਵਜੂਦ ਕਲਾਸਰੂਮਾਂ ਦੀ ਮਾੜੀ ਹਾਲਤ, ਜਿਨ੍ਹਾਂ ਨੂੰ ਤੁਰੰਤ ਪੇਂਟ ਦੀ ਲੋੜ ਹੈ, ਉਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ) ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਕੂਲ ਨੂੰ ਇੱਕ ਮਿਆਰੀ ਮਾਡਲ ਸਿੱਖਿਆ ਸੰਸਥਾ ਵਿੱਚ ਬਦਲਣ ਦੀ ਵਚਨਬੱਧਤਾ ਜ਼ਾਹਿਰ ਕੀਤੀ।

ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲ ਦੀ ਮੁਰੰਮਤ, ਆਈਸੀਟੀ-ਸਮਰੱਥ ਕਮਰਿਆਂ ਦੀ ਉਸਾਰੀ ਅਤੇ ਵਿਦਿਆਰਥੀਆਂ ਦੀ ਨਵੀਂ ਵਰਦੀ ਸਬੰਧੀ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਦੀ ਰਾਜਧਾਨੀ ਦੇ ਨੇੜੇ ਸਥਿਤ ਇਸ ਸਕੂਲ ਨੂੰ ਇੱਕ ਮਾਡਲ ਸੰਸਥਾ ਬਣਾਇਆ ਜਾਵੇਗਾ। ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਨੂੰ ਸਕੂਲ ਦੇ ਗਲਿਆਰੇ ਵਿੱਚ ਵਿਦਿਆਰਥੀਆਂ ਦੇ ਆਰਟ ਵਰਕ ਨੂੰ ਪ੍ਰਦਰਸ਼ਿਤ ਕਰਨ ਲਈ ਵੀ ਕਿਹਾ।

ਇਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਿੱਖਿਆ ਦੀ ਗੁਣਵੱਤਾ ਬਾਰੇ ਫੀਡਬੈਕ ਲਿਆ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ ਤੇ ਉੱਚੇ ਟੀਚੇ ਮਿੱਥਣ ਅਤੇ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਆਪਣੇ ਜੀਵਨ ਵਿੱਚ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

ਸਕੂਲ ਪ੍ਰਿੰਸੀਪਲ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ 15 ਲੱਖ ਰੁਪਏ ਦੀ ਗ੍ਰਾਂਟ ਨਾਲ ਸਕੂਲ ਦੇ ਖੇਡ ਮੈਦਾਨ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਪ੍ਰਿੰਸੀਪਲ ਨੂੰ ਨਾਲ ਹੀ ਕਿਹਾ ਕਿ ਇਸ ਖੇਡ ਮੈਦਾਨ ਨੂੰ ਸਥਾਨਕ ਬੱਚਿਆਂ ਲਈ ਸ਼ਾਮ ਨੂੰ ਖੁੱਲ੍ਹੇ ਰੱਖਣ ਲਈ ਕਿਹਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਵਾਬਦੇਹੀ ਅਤੇ ਤੁਰੰਤ ਅਮਲ ਰਾਹੀਂ ਸਿੱਖਿਆ ਵਿੱਚ ਸੁਧਾਰ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬੈਂਸ ਨੇ ਸਕੂਲ ਅਧਿਆਪਕਾਂ ਨੂੰ ਇੱਕ ਮੰਗ ਸੂਚੀ ਤਿਆਰ ਕਰਕੇ ਇਸਨੂੰ ਜਲਦ ਤੋਂ ਜਲਦ ਨਿਰੀਖਣ ਟੀਮ ਨੂੰ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਸਕੂਲ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਨੂੰ ਯਕੀਨੀ ਬਣਾਉਣ ਲਈ ਇਸਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਉਨ੍ਹਾਂ ਨੇ ਸਰਕਾਰੀ ਸਕੂਲਾਂ ਨੂੰ ਚੋਟੀ ਦੇ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਖੜ੍ਹਾ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।


ਚੰਡੀਗੜ੍ਹ  : 
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਵਿਦਿਅਕ ਦੌਰੇ ‘ਤੇ ਆਏ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ (ਮੋਗਾ) ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਨੇ ਕਿਹਾ ਕਿ ਅਜਿਹੇ ਦੌਰਿਆਂ ਦਾ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰੀ ਅਦਾਰਿਆਂ ਅਤੇ ਸੰਵਿਧਾਨਕ ਪ੍ਰਕਿਰਿਆਵਾਂ ਬਾਰੇ ਜਾਗਰੂਕ ਕਰਨਾ ਅਤੇ ਦਿਲਚਸਪੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵਿਦਿਆਰਥੀਆਂ ਨੂੰ ਵਿਧਾਨਕ ਕਾਰਵਾਈਆਂ ਨੂੰ ਸਮਝਣ ਲਈ ਉਤਸ਼ਾਹਿਤ ਕਰਨਾ ਜ਼ਰੂਰੀ ਹੈ।

ਇਸ ਮੌਕੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਲਗਭਗ 170 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਸਪੀਕਰ ਨਾਲ ਗੱਲਬਾਤ ਕਰਕੇ ਉਤਸ਼ਾਹ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ, ਸ. ਸੰਧਵਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਪੰਜਾਬ ਦੇ ਭਵਿੱਖ ਦੇ ਨੇਤਾ ਅਤੇ ਨੀਤੀ ਨਿਰਮਾਤਾ ਹਨ। ਇਸ ਉਪਰੰਤ ਉਨ੍ਹਾਂ ਨੇ ਆਪਣੀ ਰਿਹਾਇਸ਼ 'ਤੇ ਵਿਦਿਆਰਥੀਆਂ ਲਈ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕੀਤੀ, ਜਿੱਥੇ ਉਨ੍ਹਾਂ ਗੈਰ-ਰਸਮੀ ਤੌਰ 'ਤੇ ਗੱਲਬਾਤ ਕੀਤੀ ਅਤੇ ਆਪਣੀਆਂ ਇੱਛਾਵਾਂ ਸਾਂਝੀਆਂ ਕੀਤੀਆਂ।

ਪੰਜਾਬ ਵਿਧਾਨ ਸਭਾ ਦੇ ਕੰਮਕਾਜ ਬਾਰੇ ਦੱਸਦਿਆਂ, ਸਪੀਕਰ ਨੇ ਵਿਦਿਆਰਥੀਆਂ ਨੂੰ ਵਿਧਾਨਕ ਪ੍ਰਕਿਰਿਆਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ, ਜਿਸ ਵਿੱਚ ਸਦਨ ‘ਚ ਕਾਨੂੰਨ ਬਣਾਉਣ, ਬਹਿਸ ਕਰਨ ਅਤੇ ਕਾਨੂੰਨ ਪਾਸ ਕਰਨ ਬਾਰੇ ਜਾਣਕਾਰੀ ਸ਼ਾਮਲ ਸੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਦੇ ਲੋਕਾਂ ਲਈ ਸ਼ਾਂਤੀ, ਨਿਆਂ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਮਾਜ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਨੂੰਨ ਬਣਾਏ ਜਾਂਦੇ ਹਨ।

ਇਸ ਦੌਰੇ ਦੌਰਾਨ ਡਾ. ਮਨਦੀਪ ਕੌਰ (ਵਾਈਸ ਪ੍ਰਿੰਸੀਪਲ), ਤੇਜਵੰਤ ਸਿੰਘ ਸੰਧੂ (ਲੈਕਚਰਾਰ, ਰਾਜਨੀਤੀ ਸ਼ਾਸਤਰ), ਚਮਕੌਰ ਸਿੰਘ (ਲੈਕਚਰਾਰ, ਭੂਗੋਲ), ਜਸਵਿੰਦਰ ਕੌਰ (ਲੈਕਚਰਾਰ, ਅਰਥ ਸ਼ਾਸਤਰ), ਮਨਮੋਹਨ ਕੌਰ (ਐਸਐਸਟੀ ਅਧਿਆਪਕ), ਜਗਸੀਰ ਸਿੰਘ (ਵੋਕੇਸ਼ਨਲ ਅਧਿਆਪਕ), ਵੰਧਨਾ ਕਾਲੜਾ (ਕੰਪਿਊਟਰ ਅਧਿਆਪਕ), ਜਸਤਾਰ ਸਿੰਘ (ਕੈਂਪਸ ਮੈਨੇਜਰ) ਅਤੇ ਕੁਲਦੀਪ ਸਿੰਘ ਮੌਜੂਦ ਸਨ।

ਜਲੰਧਰ, 12 ਫਰਵਰੀ:

ਆਮ ਲੋਕਾਂ ਨਾਲ ਸਿੱਧੇ ਰਾਬਤਾ ਕਾਇਮ ਕਰਨ ਸਬੰਧੀ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਆਪਣੇ ਆਪਣੇ ਨਿਵਾਸ ਸਥਾਨ 'ਤੇ ਲੋਕ ਮਿਲਣੀ ਪ੍ਰੋਗਰਾਮ ਰੱਖ ਕੇ ਇਥੋਂ ਦੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ। ਇਸ ਪਹਿਲਕਦਮੀ ਨੂੰ ਇੱਕੋ ਪਲੇਟਫਾਰਮ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕਲੌਤਾ ਸੂਬਾ ਹੈ ਜਿੱਥੇ ਸੂਬੇ ਦਾ ਮੁਖੀ ਲੋਕਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਾ ਯਕੀਨੀ ਬਣਾਉਂਦਾ ਹੈ।

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ 'ਆਪ' ਸਰਕਾਰ ਪੂਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਜਨਤਾ ਦਰਮਿਆਨ ਇੱਕ ਢਾਂਚਾਗਤ ਪੁਲ ਵਜੋਂ ਕੰਮ ਕਰਦਿਆਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਂਦਾ ਹੈ, ਜਿਸਨੂੰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।


ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਇਕੋ ਪਲੇਟਫਾਰਮ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਸੁਚੱਜੇ ਸ਼ਾਸਨ ਸਬੰਧੀ ਜਨਤਾ ਤੋਂ ਫੀਡਬੈਕ ਲੈਣ ਲਈ ਸਭ ਤੋਂ ਬਿਹਤਰੀਨ ਢੰਗਾਂ ਵਿੱਚੋਂ ਇੱਕ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਸ਼ਾਇਦ ਹੀ ਕਿਤੇ ਅਜਿਹੀ ਨਾਗਰਿਕ ਕੇਂਦਰਿਤ ਪਹਿਲ ਦੇਖਣ ਨੂੰ ਮਿਲੇ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਅਜਿਹਾ ਕੋਈ ਹੋਰ ਰਾਜ ਨਹੀਂ ਹੈ ਜੋ ਆਮ ਜਨਤਾ ਦੀ ਭਲਾਈ ਲਈ ਅਜਿਹੀ ਲੋਕ-ਪੱਖੀ ਪਹਿਲਕਦਮੀ ਕਰ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਇਹ ਰਿਕਾਰਡ 'ਤੇ ਹੈ ਕਿ ਲੋਕ ਮਿਲਣੀ ਪ੍ਰੋਗਰਾਮ ਸਮਾਜ ਦੇ ਹਰ ਵਰਗ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਲਾਹੇਵੰਦ ਸਿੱਧ ਹੋ ਰਿਹਾ ਹੈ। ਉਨ੍ਹਾ ਕਿਹਾ ਕਿ ਲੋਕ ਮਿਲਣੀ ਸੱਚਮੁੱਚ ਇੱਕ ਵਿਲੱਖਣ ਪਹਿਲ ਹੈ ਜਿੱਥੇ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਯੋਜਨਾਬੱਧ ਹੱਲ ਲਈ ਉਨ੍ਹਾਂ ਨਾਲ ਨਿੱਜੀ ਤੌਰ ‘ਤੇ ਰਾਬਤਾ ਕਾਇਮ ਕਰਦੀ ਹੈ।

ਇਸ ਪਹਿਲਕਦਮੀ ਨੂੰ ਪੰਜਾਬ ਲਈ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਇਕਲੌਤਾ ਸੂਬਾ ਹੈ ਜਿੱਥੇ ਰਾਜ ਦਾ ਮੁਖੀ ਜਨਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀ ਮੁਹਿੰਮ ਵਿੱਚ ਨਿੱਜੀ ਤੌਰ ‘ਤੇ ਸ਼ਾਮਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਲੋਕ ਮਿਲਣੀ ਇੱਕ ਪਾਸੇ ਰਾਜ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਂਦੀ ਹੈ ਉਥੇ ਇਹ ਦੂਜੇ ਪਾਸੇ ਸਰਕਾਰ ਨੂੰ ਆਪਣੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਬਾਰੇ ਚੰਗੀ ਤਰ੍ਹਾਂ ਜਾਣਨ ਦਾ ਮੌਕਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਗਰਾਮ ਹੈ ਕਿਉਂਕਿ ਕਿਸੇ ਵੀ ਹੋਰ ਰਾਜ ਦਾ ਮੁੱਖ ਮੰਤਰੀ ਲੋਕਾਂ ਨਾਲ ਨਿੱਜੀ ਤੌਰ ‘ਤੇ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਅਤੇ ਇਨ੍ਹਾਂ ਦੇ ਹੱਲ ਦੀ ਖੇਚਲ ਨਹੀਂ ਕਰਦਾ।
ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਇਹ ਪਹਿਲ ਪੱਖਪਾਤੀ ਵਿਚਾਰਾਂ ਤੋਂ ਕਿਤੇ ਉੱਪਰ ਦੀ ਗੱਲ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਸਿਆਸਤ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇੱਕੋ-ਇੱਕ ਉਦੇਸ਼ ਸੂਬੇ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਇੱਕੋ ਪਲੇਟਫਾਰਮ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦਾ ਸਭ ਤੋਂ ਵਧੀਆ ਜ਼ਰੀਆ ਹਨ, ਕਿਉਂਕਿ ਇਹ ਸਰਕਾਰ ਅਤੇ ਜਨਤਾ ਵਿਚਕਾਰ ਸੰਚਾਰ ਦੇ ਪਾੜੇ ਨੂੰ ਪੂਰਦਿਆਂ ਲੋਕਤੰਤਰੀ ਢਾਂਚੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਦਾ ਬਿਹਤਰੀਨ ਢੰਗ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਸੂਬੇ ਵਿੱਚ ਪਹਿਲਾਂ ਹੀ ਕਈ ਮੁੱਖ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ।

ਨੌਜਵਾਵਾਂ ਦੇ ਸਸ਼ਕਤੀਕਰਨ 'ਤੇ ਸਰਕਾਰ ਦੇ ਧਿਆਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦਾ ਕੰਮ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਦੇਣਾ ਹੁੰਦਾ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖ ਸਕਣ। ਉਨ੍ਹਾਂ ਕਿਹਾ ਕਿ ਮੇਰੇ ਦੁਆਰਾ ਦਸਤਖਤ ਕੀਤੀ ਜਾਂਦੀ ਹਰ ਫਾਈਲ ਆਮ ਆਦਮੀ ਅਤੇ ਰਾਜ ਦੇ ਲਾਭ ਲਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਹਰ ਫੈਸਲਾ ਸੂਬੇ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਵੱਲ ਸੇਧਿਤ ਹੁੰਦਾ ਹੈ।

ਸਿੱਖਿਆ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਪੂਰੀ ਤਰ੍ਹਾਂ ਲੈਸ ਲੈਬਾਟਰੀਆਂ ਅਤੇ ਵਿਗਿਆਨਕ ਸਿੱਖਿਆ ਲਈ ਪਲੇਅ-ਗਰਾਊਂਡ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਧੁਨਿਕ ਸਿੱਖਿਆ ਅਭਿਆਸਾਂ ਤੋਂ ਜਾਣੂ ਹੋ ਕੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਭਵਿੱਖ ਦੇ ਮੁਕਾਬਲਿਆਂ ਲਈ ਤਿਆਰ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਸੂਬੇ ਦੇ ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਪ੍ਰੀਖਿਆ ਲਈ ਤਿਆਰੀਆਂ ਦੇ ਨਾਲ-ਨਾਲ ਨੀਟ, ਜੇਈਈ, ਕਲੈਟ ਅਤੇ ਐਨਆਈਐਫਟੀ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਕੁਆਲੀਫਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਹੋਰ ਮਹੱਤਵਪੂਰਨ ਕਦਮ ਵਿੱਚ ਰਾਜ ਦੇ ਸਾਰੇ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੇ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ।

ਸਿਹਤ ਸੰਭਾਲ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਆਮਦਨੀ ਦੀ ਕੋਈ ਸ਼ਰਤ ਨਹੀਂ ਲਾਈ ਗਈ ਅਤੇ ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਇਸ ਯੋਜਨਾ ਅਧੀਨ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਸਮੁੱਚੇ ਨਾਗਰਿਕਾਂ ਨੂੰ ਮੁਫਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਰਾਜ ਬਣ ਗਿਆ ਹੈ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ ਅਤੇ ਸਾਲ 2022 ਵਿੱਚ ਰਾਜ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਸੂਬੇ ਦੇ ਲਗਭਗ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।

ਕਿਸਾਨਾਂ ਲਈ ਸਹੂਲਤ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਦਿਨ ਵੇਲੇ ਵੀ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ 6900 ਕਿਲੋਮੀਟਰ  ਦੀ ਲੰਬਾਈ ਵਾਲੇ 18349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕਰਦਿਆਂ ਟੇਲਾਂ ‘ਤੇ ਰਹਿੰਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਕਈ ਸਰਕਾਰੀ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ ਚੰਗੀ ਪੜ੍ਹਾਈ-ਲਿਖਾਈ ਕਰ ਕਰਕੇ ਜ਼ਿੰਦਗੀ ਵਿੱਚ ਉੱਚੇ ਮੁਕਾਮ ਹਾਸਲ ਕਰ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਕਦਮ ਚੁੱਕਿਆ ਹੈ। ਸੂਬਾ ਸਰਕਾਰ ਨੇ ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਖੇਤਰਾਂ ਵਿੱਚ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਿਰਮਾਣ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਜਲਦ ਹੀ ਮੁਕੰਮਲ ਹੋ ਜਾਵੇਗਾ।

ਜਨਤਾ ਲਈ ਰਾਹਤ ਉਪਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪੰਜਾਬ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਜਿਸ ਨਾਲ ਆਮ ਆਦਮੀ ਦੀ ਜੇਬ ਵਿੱਚੋਂ ਟੋਲ ਫੀਸ ਦੇ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਉਹਨਾਂ ਕਿਹਾ ਕਿ ਸੁਚੱਜੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜੋ ਲੋਕਾਂ ਨੂੰ ਮੁਫਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰ ਰਹੇ ਹਨ। ਉਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਰਾਜ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ।

ਅਖੀਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਰਾਜ ਸਰਕਾਰ ਸੂਬੇ ਦੀ ਹਰ ਮਹਿਲਾ ਨੂੰ 1000 ਰੁਪਏ ਦੇਣ ਦੀ ਯੋਜਨਾ ਜਲਦ ਲਾਗੂ ਕਰੇਗੀ ਜਿਸ ਲਈ ਆਉਣ ਵਾਲੇ ਬਜਟ ਵਿੱਚ ਜ਼ਰੂਰੀ ਉਪਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਹਰ ਹੀਲੇ ਪੂਰਾ ਕੀਤਾ ਜਾਵੇਗਾ ਕਿਉਂਕਿ ਸਾਡੀ ਸਰਕਾਰ ਸਭਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਇੱਕੋ ਇੱਕ ਏਜੰਡਾ ਰਾਜ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.