Monday, 15 June 2026

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਸਵਾਲ ਚੁੱਕੇ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੀਐਮ ਨਰਿੰਦਰ ਮੋਦੀ ਨੇ ਪੰਜਾਬ ਫੇਰੀ ਦੌਰਾਨ ਪੰਜਾਬ ਅਤੇ ਪੰਜਾਬੀਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪ੍ਰਧਾਨ ਮੰਤਰੀ ਵਲੋਂ ਪੰਜਾਬ ਨੂੰ ਦਿੱਤੇ 1600 ਕਰੋੜ ਰੁਪਏ ਦੇ ਪੈਕੇਜ ਨੂੰ ਘੱਟ ਦੱਸਿਆ ਤਾਂ ਪੀਐਮ ਮੋਦੀ ਨੇ ਉਨ੍ਹਾਂ ਨੂੰ ਕਿਹਾ ਕਿ ਤੁਹਾਨੂੰ ਹਿੰਦੀ ਸਮਝ ਨਹੀਂ ਆਉਂਦੀ। ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਮਾਂ ਬੋਲੀ ਪੰਜਾਬੀ ਨੂੰ ਵੀ ਅਪਮਾਨਿਤ ਕੀਤਾ ਹੈ। ਹਰਪਾਲ ਚੀਮਾ ਨੇ ਆਰੋਪ ਲਗਾਉਂਦਿਆਂ ਕਿ ਪ੍ਰਧਾਨ ਮੰਤਰੀ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਤੋਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਕਰਕੇ ਹੋਏ ਨੁਕਸਾਨ ਲਈ 20 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਸੀ, ਪਰ ਪ੍ਰਧਾਨ ਮੰਤਰੀ ਵਲੋਂ ਸਿਰਫ 1600 ਕਰੋੜ ਰੁਪਏ ਹੀ ਦਿੱਤੇ ਗਏ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੀਐਮ ਮੋਦੀ ਨੇ ਆਪਣੀ ਆਦਤ ਮੁਤਾਬਕ ਆਫਤ ਦੀ ਘੜੀ ਵਿਚ ਵੀ ਪੰਜਾਬ ਨਾਲ ਭੱਦਾ ਮਜ਼ਾਕ ਕੀਤਾ ਹੈ।  

ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਲੋਕਾਂ ਦੀ ਕਰ ਰਹੇ ਹਨ ਸਹਾਇਤਾ

ਮੋਗਾ/ਬਿਊਰੋ ਨਿਊਜ਼ 

ਬਾਲੀਵੁੱਡ ਅਦਾਕਾਰ ਸੋਨੂੰੂ ਸੂਦ ਨੇ ਕੋਵਿਡ ਦੇ ਦੌਰ ਵਿਚ ਇਨਸਾਨੀਅਤ ਦੀ ਸੇਵਾ ਕਰਕੇ ਵੱਡਾ ਨਾਮਣਾ ਖੱਟਿਆ ਸੀ ਅਤੇ ਹੁਣ ਉਹ ਪੰਜਾਬ ਵਿਚ ਹੜ੍ਹ ਪੀੜਤ ਪਰਿਵਾਰਾਂ ਦੀ ਮੱਦਦ ਲਈ ਵੀ ਅੱਗੇ ਆਏ ਹਨ। ਸੋਨੂੰ ਸੂਦ ਨੇ ਮੋਗਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿਚ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹਨ। ਇਸ ਮੌਕੇ ਸੋਨੂੰ ਸੂਦ ਨਾਲ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਵੀ ਹਾਜ਼ਰ ਸੀ। ਸੋਨੂੰ ਸੂਦ ਨੇ ਦੱਸਿਆ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਆਏ ਹਨ, ਜਿੱਥੇ ਲੋਕ ਬਹੁਤ ਮੁਸੀਬਤਾਂ ਵਿਚ ਘਿਰੇ ਹੋਏ ਹਨ। ਉਨ੍ਹਾਂ ਕਿਹਾ ਕਿ ਮੇਰੇ ਘਰ ਦੇ ਦਰਵਾਜ਼ੇ ਸਦਾ ਹੀ ਲੋੜਵੰਦਾਂ ਦੀ ਮੱਦਦ ਲਈ ਖੁੱਲ੍ਹੇ ਹਨ। ਧਿਆਨ ਰਹੇ ਕਿ ਪੰਜਾਬ ਵਿਚ ਹੜ੍ਹ ਪੀੜਤਾਂ ਦੀ ਬਹੁਤ ਸਾਰੇ ਫਿਲਮੀ ਕਲਾਕਰਾਂ, ਅਦਾਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਮੱਦਦ ਕੀਤੀ ਜਾ ਰਹੀ ਹੈ। 

ਪ੍ਰਧਾਨ ਮੰਤਰੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ

ਚੰਡੀਗੜ੍ਹ/ਬਿਊਰੋ ਨਿਊਜ਼ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਵਿਚ ਹੜ੍ਹਾਂ ਕਾਰਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਲਈ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਸਹਾਇਤਾ ਐਲਾਨ ਵੀ ਕੀਤਾ ਹੈ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਗੁਰਦਾਸਪੁਰ ਪੁੱਜੇ ਅਤੇ ਉਨ੍ਹਾਂ ਨੇ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਟੀਮ ਨਾਲ ਵੀ ਗੱਲਬਾਤ ਕੀਤੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਸੁਨੀਲ ਜਾਖੜ ਵੀ ਹਾਜ਼ਰ ਰਹੇ।  ਧਿਆਨ ਰਹੇ ਕਿ ਪੰਜਾਬ ਵਿਚ ਸਾਲ 1988 ਤੋਂ ਬਾਅਦ ਹੁਣ ਆਏ ਹੜ੍ਹਾਂ ਨਾਲ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਖਤਮ ਹੋ ਗਈ ਅਤੇ ਕਈ ਪਰਿਵਾਰਾਂ ਦੇ ਘਰ ਵੀ ਹੜ੍ਹਾਂ ਦੇ ਪਾਣੀ ਵਿਚ ਰੁੜ ਗਏ ਹਨ। 

ਸੀਐਮ ਭਗਵੰਤ ਮਾਨ ਕੈਬਨਿਟ ਮੀਟਿੰਗ ’ਚ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਏ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ 

ਅੱਜ ਚੰਡੀਗੜ੍ਹ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਕੈਬਨਿਟ ਮੀਟਿੰਗ ਵਿਚ ਵਰਚੂਅਲੀ ਤੌਰ ’ਤੇ ਸ਼ਾਮਲ ਹੋਏ ਹਨ। ਮੀਟਿੰਗ ਖਤਮ ਹੋਣ ਤੋਂ ਬਾਅਦ ਭਗਵੰਤ ਮਾਨ ਨੇ ਮੀਟਿੰਗ ਦੌਰਾਨ ਹੜ੍ਹਾਂ ਸਬੰਧੀ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਹੈ। ਸਭ ਤੋਂ ਪਹਿਲਾਂ ਮਾਨ ਨੇ ਕਿਹਾ ਕਿ ਮੈਂ ਹਸਪਤਾਲ ਵਿਖੇ ਆਪਣੇ ਕਮਰੇ ਵਿਚ ਬਹਿ ਕੇ ਹਰ ਸਮੇਂ ਪੰਜਾਬੀਆਂ ਦੀ ਚਿੰਤਾ ਕਰਦਾ ਹਾਂ ਤੇ ਜਲਦ ਹੀ ਠੀਕ ਹੋ ਕੇ ਉਨ੍ਹਾਂ ਦੇ ਵਿਚਕਾਰ ਜਾਵਾਂਗਾ। ਧਿਆਨ ਰਹੇ ਕਿ ਮੁੱਖ ਮੰਤਰੀ ਮਾਨ ਦੀ ਸਿਹਤ ਪਿਛਲੇ ਦਿਨੀਂ ਖਰਾਬ ਹੋ ਗਈ ਸੀ ਅਤੇ ਉਨ੍ਹਾਂ ਦਾ ਇਲਾਜ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਚੱਲ ਰਿਹਾ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆਪਣੇ ਸਾਰੇ ਅਧਿਕਾਰੀਆਂ ਅਤੇ ਮੰਤਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਇਸ ਦੁੱਖ ਦੀ ਘੜੀ ਵਿਚ ਲੋਕਾਂ ਦੇ ਨਾਲ ਜਾ ਕੇ ਖੜ੍ਹੇ ਹੋਵੋ। ਉਨ੍ਹਾਂ ਦੱਸਿਆ ਕਿ ਅਸੀਂ ‘ਜਿਸ ਦਾ ਖੇਤ, ਉਸ ਦੀ ਰੇਤ’  ਨੂੰ ਮਨਜੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹਾਂ ਕਾਰਨ ਖਰਾਬ ਹੋਈਆਂ ਫਸਲਾਂ ਦਾ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਹੜ੍ਹਾਂ ਕਾਰਨ ਜਿਨ੍ਹਾਂ ਵਿਅਕਤੀਆਂ ਦੀ ਜਾਨ ਗਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਹਰ ਦੁੱਖ ਦੀ ਘੜੀ ਵਿਚ ਪੰਜਾਬੀਆਂ ਦੇ ਨਾਲ ਖੜ੍ਹੀ ਹੈ।

ਪਠਾਨਮਾਜਰਾ ਦੇ ‘ਫਰਜ਼ੀ ਮੁਕਾਬਲੇ’ ਦਾ ਜਤਾਇਆ ਖਦਸ਼ਾ

ਚੰਡੀਗੜ੍ਹ/ਬਿਊਰੋ ਨਿਊਜ਼ 

ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ ਵਿਚ ਪਠਾਨਮਾਜਰਾ ਦੀ ਪਤਨੀ ਨੇ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਖਦਸ਼ਾ ਜਤਾਇਆ ਕਿ ਪੰਜਾਬ ਪੁਲਿਸ ਉਨ੍ਹਾਂ ਦੇ ਪਤੀ ਦਾ ‘ਫਰਜ਼ੀ ਮੁਕਾਬਲਾ’ ਕਰ ਸਕਦੀ ਹੈ। ਇਸਦੇ ਚੱਲਦਿਆਂ ਮਾਨਯੋਗ ਜੱਜ ਤਿ੍ਰਭੂਵਨ ਦਹੀਆ ਦੀ ਬੈਂਚ ਨੇ ਇਸ ਪਟੀਸ਼ਨ ’ਤੇ ਸੁਣਵਾਈ ਲਈ 23 ਸਤੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ। ਜ਼ਿਕਰਯੋਗ ਹੈ ਕਿ ਲੰਘੀ 1 ਸਤੰਬਰ ਨੂੰ  ਪਟਿਆਲਾ ਦੇ ਸਿਵਲ ਲਾਈਨਜ਼ ਪੁਲਿਸ ਥਾਣੇ ਵਿਚ ਪਠਾਨਮਾਜਰਾ ਖਿਲਾਫ ਬਲਾਤਕਾਰ ਅਤੇ ਹੋਰ ਅਪਰਾਧਾਂ ਲਈ ਕੇਸ ਦਰਜ ਕੀਤਾ ਗਿਆ ਸੀ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪਠਾਨਮਾਜਰਾ ਖਿਲਾਫ ਕਾਰਵਾਈ ਸਿਆਸੀ ਬਦਲਾਖੋਰੀ ਕਰਕੇ ਹੋਈ ਹੈ, ਕਿਉਂਕਿ ਵਿਧਾਇਕ ਨੇ ਹੜ੍ਹਾਂ ਸਬੰਧੀ ਆਪਣੀ ਹੀ ਆਮ ਆਦਮੀ ਪਾਰਟੀ ਵਿਰੁੱਧ ਬਿਆਨ ਦਿੱਤੇ ਸਨ। ਧਿਆਨ ਰਹੇ ਕਿ ਪਠਾਨਮਾਜਰਾ ਨੂੰ ਹਰਿਆਣਾ ਦੇ ਕਰਨਾਲ ਤੋਂ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਪਠਾਨਮਾਜਰਾ ਪੁਲਿਸ ਹਿਰਸਾਤ ’ਚੋਂ ਫਰਾਰ ਹੋ ਗਏ ਸਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸੰਗਤ ਨੇ ਨਿਭਾਈ ਸੇਵਾ

ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ 

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ’ਚੋਂ ਗਾਰ ਕੱਢਣ ਦੀ ਸੇਵਾ ਅੱਜ ਸ਼ੁੱਕਰਵਾਰ ਨੂੰ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਗਈ। ਇਹ ਸੇਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਅਤੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ ਅਤੇ ਇਸ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਵਿਚ ਸਮੂਹ ਸੰਗਤ ਨੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਕੀਤੀ। ਸੰਗਤ ਨੇ ਗਾਰ ਕੱਢਣ ਦੀ ਇਸ ਸੇਵਾ ਨੂੰ ਵੱਡੀ ਭਗਤੀ ਅਤੇ ਉਤਸ਼ਾਹ ਨਾਲ ਨਿਭਾਇਆ ਹੈ। 

ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ

ਫਰੀਦਕੋਟ/ਬਿਊਰੋ ਨਿਊਜ਼ 

ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਭਾਰੀ ਮਾਤਰਾ ਵਿਚ ਹੈਰੋਇਨ ਜ਼ਬਤ ਕੀਤੀ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ 12 ਕਿੱਲੋ 100 ਗਰਾਮ ਹੈਰੋਇਨ ਬਰਾਮਦ ਕੀਤੀ, ਜਿਸ ਬਾਰੇ ਮੰਨਿਆ ਜਾਂਦਾ ਹੈ ਕਿ ਇਸ ਹੈਰੋਇਨ ਨੂੰ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕਰਕੇ ਲਿਆਂਦਾ ਗਿਆ ਸੀ। ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਫਰੀਦਕੋਟ ਵਿਚ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਡਾ. ਜੈਨ ਨੇ ਦਾਅਵਾ ਕੀਤਾ ਕਿ ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਨੇ ਡਰੋਨ ਰਾਹੀਂ ਇਹ ਹੈਰੋਇਨ ਪਾਕਿਸਤਾਨ ਤੋਂ ਮੰਗਵਾਈ ਸੀ। ਐਸ.ਐਸ.ਪੀ. ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿਚ ਇਕ ਦਿਨ ’ਚ ਹੈਰੋਇਨ ਦੀ ਇਹ ਸਭ ਤੋਂ ਵੱਡੀ ਬਰਾਮਦਗੀ ਹੈ ਅਤੇ ਇਸ ਮਾਮਲੇ ਵਿਚ ਹੋਰ ਜਾਂਚ ਕੀਤੀ ਜਾ ਰਹੀ ਹੈ।

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਲੋਂ ਕੀਤੀ ਅਪੀਲ ’ਤੇ ਲਿਆ ਫੈਸਲਾ

ਰੂਪਨਗਰ/ਬਿਊਰੋ ਨਿਊਜ਼ 

ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਅਧਿਕਾਰੀਆਂ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਬੇਨਤੀ ’ਤੇ ਭਾਖੜਾ ਡੈਮ ਤੋਂ ਪਾਣੀ ਦੇ ਨਿਕਾਸ ਨੂੰ 85 ਹਜ਼ਾਰ ਕਿਊਸਕ ਤੋਂ ਘਟਾ ਕੇ 70 ਹਜ਼ਾਰ ਕਿਊਸਕ ਕਰ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਲੁਧਿਆਣਾ ਦੇ ਡੀਸੀ ਨੇ ਬੀਬੀਐਮਬੀ ਨੂੰ ਇਕ ਸੁਨੇਹਾ ਭੇਜਿਆ ਸੀ ਕਿ ਲੁਧਿਆਣਾ ਜ਼ਿਲ੍ਹੇ ਵਿਚ ਸਤਲੁਜ ਦਰਿਆ ਨਾਲ ਲੱਗਦੇ ਕੁਝ ਬੰਨ੍ਹਾਂ ਵਿਚ ਪਾੜ ਪੈ ਰਿਹਾ ਹੈ ਅਤੇ ਸਤਲੁਜ ਵਿਚ ਪਾਣੀ ਦੇ ਨਿਕਾਸ ਨੂੰ ਘਟਾਇਆ ਜਾਣਾ ਚਾਹੀਦਾ ਹੈ। ਇਸਦੇ ਚੱਲਦਿਆਂ ਬੀਬੀਐਮਬੀ ਦੇ ਚੇਅਰਮੈਨ ਨੇ ਭਾਖੜਾ ਡੈਮ ਤੋਂ ਪਾਣੀ ਦੇ ਵਹਾਅ ਨੂੰ 15 ਹਜ਼ਾਰ ਕਿਊਸਕ ਘਟਾਇਆ ਹੈ। ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਵਿਚ ਘੱਟ ਮੀਂਹ ਪੈਣ ਦੀ ਭਵਿੱਖਬਾਣੀ ਦੇ ਚੱਲਦਿਆਂ ਬੀਬੀਐਮਬੀ ਦੇ ਅਧਿਕਾਰੀ ਅਗਲੇ ਕੁਝ ਦਿਨਾਂ ਲਈ ਭਾਖੜਾ ਡੈਮ ਵਿਚੋਂ ਪਾਣੀ ਦਾ ਵਹਾਅ 70 ਹਜ਼ਾਰ ਕਿਊਸਕ ਰੱਖਣ ਦਾ ਫੈਸਲਾ ਲੈ ਸਕਦੇ ਹਨ। 

13 ਸਤੰਬਰ ਨੂੰ ਅੰਮਿ੍ਰਤਸਰ ’ਚ ਐਸਜੀਪੀਸੀ ਦੇ ਦਫਤਰ ਵਿਖੇ ਹੋਵੇਗੀ ਮੀਟਿੰਗ

ਅੰਮਿ੍ਰਤਸਰ/ਬਿਊਰੋ ਨਿਊਜ਼

ਪੰਜਾਬ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਅਤੇ ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 13 ਸਤੰਬਰ ਨੂੰ ਦੁਪਹਿਰੇ 12 ਵਜੇ ਇਕ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਮਿ੍ਰਤਸਰ ਸਥਿਤ ਦਫਤਰ ਵਿਚ ਹੋਵੇਗੀ ਅਤੇ ਹੜ੍ਹਾਂ ਦੌਰਾਨ ਰਾਹਤ ਕਾਰਜਾਂ ਵਿਚ ਲੱਗੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧਾਂ ਨੂੰ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਸੱਦਿਆ ਗਿਆ ਹੈ। ਜਥੇਦਾਰ ਵਲੋਂ ਸਮਾਜ ਸੇਵੀ ਤੇ ਹੋਰ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਇਕ-ਇਕ ਪ੍ਰਤੀਨਿਧੀ ਹੀ ਇਸ ਮੀਟਿੰਗ ਲਈ ਭੇਜਣ ਤਾਂ ਜੋ ਵਿਚਾਰ ਵਟਾਂਦਰਾ ਕਰਕੇ ਅਤੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਹੜ੍ਹ ਪੀੜਤਾਂ ਲਈ ਇਕ ਯੋਜਨਾ ਬਣਾਈ ਜਾ ਸਕੇ।

ਪ੍ਰਸ਼ਾਸਨ ਨੂੰ ਜਾਰੀ ਕਰਨੀ ਪਈ ਐਡਵਾਈਜ਼ਰੀ

ਲੁਧਿਆਣਾ/ਬਿਊਰੋ ਨਿਊਜ਼ 

ਲੁਧਿਆਣਾ ਦੇ ਪੂਰਬੀ ਖੇਤਰ ਵਿਚ ਪੈਂਦੇ ਪਿੰਡ ਸਸਰਾਲੀ ਨੇੜੇ ਸਤਲੁਜ ਦਰਿਆ ਵਿਚ ਪਾਣੀ ਦੇ ਤੇਜ਼ ਵਹਾਅ ਕਰਕੇ ਸਥਿਤੀ ਨਾਜ਼ੁਕ ਬਣੀ ਰਹੀ। ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਐਡਵਾਈਜ਼ਰੀ ਜਾਰੀ ਕਰਕੇ ਸਥਾਨਕ ਲੋਕਾਂ ਨੂੰ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਦੀ ਅਪੀਲ ਕੀਤੀ। ਪ੍ਰਸ਼ਾਸਨ ਮੁਤਾਬਕ ਸਸਰਾਲੀ ਪਿੰਡ ਦੀ ਸਥਿਤੀ ਨਾਜ਼ੁਕ ਹੈ ਅਤੇ ਪਾਣੀ ਦਾ ਵਹਾਅ ਕਿਸੇ ਵੀ ਸਮੇਂ ਬੰਨ੍ਹ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਸਤਲੁਜ ਦਰਿਆ ਦੇ ਨੇੜਲੇ ਪਿੰਡ ਸਸਰਾਲੀ ਵਿਚ ਸਥਿਤੀ ਨਾਜ਼ੁਕ ਹੈ। ਉਨ੍ਹਾਂ ਕਿਹਾ ਕਿ ਜੇਕਰ ਬੰਨ੍ਹ ਵਿਚ ਕੋਈ ਪਾੜ ਜਾਂ ਨੁਕਸਾਨ ਹੁੰਦਾ ਹੈ ਤਾਂ ਸਸਰਾਲੀ ਅਤੇ ਨੇੜਲੇ ਹੋਰ ਪਿੰਡ ਵੀ ਪ੍ਰਭਾਵਿਤ ਹੋ ਸਕਦੇ ਹਨ। ਐਡਵਾਈਜ਼ਰੀ ਵਿਚ ਸਥਾਨਕ ਲੋਕਾਂ ਨੂੰ ਚੌਕਸ ਰਹਿਣ ਅਤੇ ਹਾਲਾਤ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਹੰਗਾਮੀ ਹਾਲਾਤ ਵਿਚ ਘਰਾਂ ਦੀ ਪਹਿਲੀ ਮੰਜ਼ਿਲ ’ਤੇ ਜਾਣ ਦੀ ਹਦਾਇਤ ਕੀਤੀ ਹੈ। 

ਨਵੀਂ ਦਿੱਲੀ/ਬਿਊਰੋ ਨਿਊਜ਼

ਦਿੱਲੀ ਦੀ ਭਾਜਪਾ ਸਰਕਾਰ ਵਿਚ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਭਗਵੰਤ ਮਾਨ ’ਤੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਲਈ ਦਬਾਅ ਪਾਇਆ ਜਾ ਰਿਹਾ ਹੈ। ਸਿਰਸਾ ਨੇ ਕਿਹਾ ਕਿ ਇਸ ਗੱਲ ਤੋਂ ਡਰਦੇ ਮਾਰੇ ਭਗਵੰਤ ਮਾਨ ਹਸਪਤਾਲ ’ਚ ਦਾਖਲ ਹੋ ਗਏ ਤੇ ਉਨ੍ਹਾਂ ਦੀ ਕੁਰਸੀ ਬਚ ਗਈ। ਸਿਰਸਾ ਨੇ ਵੀ ਕਿਹਾ ਕਿ ਉਹ ਭਗਵੰਤ ਨਾਲ ਖੜ੍ਹੇ ਹਨ। ਕੇਜਰੀਵਾਲ ’ਤੇ ਸਵਾਲ ਚੁੱਕਦਿਆਂ ਮਨਜਿੰਦਰ ਸਿਰਸਾ ਨੇ ਕਿਹਾ ਕਿ ਉਹ ਦਿੱਲੀ ਹਾਰ ਕੇ ਪੰਜਾਬ ਪਹੁੰਚੇ ਅਤੇ ਹੁਣ ਜਦੋਂ ਪੰਜਾਬ ਵਿਚ ਹੜ੍ਹ ਆਇਆ ਤਾਂ ਉਹ ਗੁਜਰਾਤ ਭੱਜ ਗਏ ਹਨ। 

ਹੋਰ ਸਮਾਜ ਸੇਵੀ ਸੰਸਥਾਵਾਂ ਅਤੇ ਕਲਾਕਾਰ ਜਗਤ ਵੀ ਕਰ ਰਿਹਾ ਹੈ ਹੜ੍ਹ ਪੀੜਤਾਂ ਦੀ ਮੱਦਦ

ਅੰਮਿ੍ਰਤਸਰ/ਬਿਊਰੋ ਨਿਊਜ਼ 

ਐਸਜੀਪੀਸੀ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸ਼ੋ੍ਰਮਣੀ ਕਮੇਟੀ ਵਲੋਂ ਆਰੰਭ ਕੀਤੇ ਗਏ ਹੜ੍ਹ ਰਿਲੀਫ ਫੰਡ ਲਈ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸਦੇ ਚੱਲਦਿਆਂ ਸ਼ੋ੍ਰਮਣੀ ਕਮੇਟੀ ਦੇ ਕਰਮਚਾਰੀਆਂ ਨੇ ਅੱਜ 1 ਕਰੋੜ ਰੁਪਏ ਦਾ ਚੈਕ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਵੀ ਦਿੱਤਾ ਹੈ। ਇਸ ਮੌਕੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਚ ਆਏ ਹੜ੍ਹਾਂ ਤੋਂ ਬਾਅਦ ਸਮੇਂ ਦੀਆਂ ਸਰਕਾਰਾਂ ਨੇ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਈ ਹੈ, ਪਰ ਸਿੱਖ ਸੰਸਥਾ ਸ਼ੋ੍ਰਮਣੀ ਕਮੇਟੀ ਅਤੇ ਇਸਦੇ ਸਮੂਹ ਕਰਮਚਾਰੀ ਸੰਗਤਾਂ ਦੇ ਸਹਿਯੋਗ ਨਾਲ ਹੜ੍ਹ ਪੀੜਤ ਇਲਾਕਿਆਂ ਵਿਚ ਪਹੁੰਚ ਕੇ ਲੋੜੀਦੀਆਂ ਵਸਤਾਂ ਮੁਹੱਈਆ ਕਰਵਾ ਰਹੇ ਹਨ। ਇਸੇ ਦੌਰਾਨ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਫਿਲਮੀ ਕਲਾਕਾਰ ਜਗਤ ਵਲੋਂ ਵੀ ਹੜ੍ਹ ਪੀੜਤ ਪਰਿਵਾਰਾਂ ਦੀ ਮੱਦਦ ਕੀਤੀ ਜਾ ਰਹੀ ਹੈ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.