Sunday, 14 June 2026

ਬੈਂਕ ਨਾਲ ਲੈਣ-ਦੇਣ ਦੇ ਮਾਮਲੇ ਵਿਚ ਹੋਈ ਸੀ ਗਿ੍ਰਫਤਾਰੀ

ਚੰਡੀਗੜ੍ਹ/ਬਿਊਰੋ ਨਿਊਜ਼

ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਅੱਜ ਹਾਈਕੋਰਟ ਤੋਂ ਜਾਤੀ ਮੁਚੱਲਕੇ ’ਤੇ ਜ਼ਮਾਨਤ ਮਿਲ ਗਈ। ਉਹ ਕਰੀਬ ਇਕ ਸਾਲ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਸਨ। ਪ੍ਰੋ. ਗੱਜਣਮਾਜਰਾ ਨੂੰ ਲੰਘੇ ਸਾਲ 6 ਨਵੰਬਰ ਨੂੰ ਮਲੇਰਕੋਟਲਾ ’ਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਸਮੇਂ ਈ.ਡੀ. ਨੇ ਗਿ੍ਰਫਤਾਰ ਕੀਤਾ ਸੀ। ਗੱਜਣਮਾਜਰਾ ਦੀ ਗਿ੍ਰਫਤਾਰੀ ਬੈਂਕ ਨਾਲ ਲੈਣ ਦੇਣ ਦੇ ਇਕ 10 ਸਾਲ ਪੁਰਾਣੇ ਮਾਮਲੇ ਵਿਚ ਹੋਈ ਸੀ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਕਰੀਬ ਇਕ ਸਾਲ ਜੇਲ੍ਹ ਵਿਚ ਗੁਜ਼ਾਰਨਾ ਪਿਆ। ਗੱਜਣਮਾਜਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਆਖਿਆ ਕਿ ਸਾਨੂੰ ਅਦਾਲਤ ’ਤੇ ਪੂਰਾ ਭਰੋਸਾ ਸੀ ਕਿ ਇਕ ਦਿਨ ਸੱਚ ਦੀ ਜਿੱਤ ਹੋਵੇਗੀ। 

ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਤਿਆਰੀ ਵੀ ਵਿੱਢ ਦਿੱਤੀ ਹੈ। ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਦਿੱਲੀ ਵਿੱਚ ਮੀਟਿੰਗ ਕੀਤੀ ਹੈ। ਇਸ ਦੌਰਾਨ ਕਮਿਸ਼ਨਰਾਂ ਨੂੰ ਸਰਗਰਮੀਆਂ ਤੇਜ਼ ਕਰਨ ਲਈ ਕਿਹਾ ਗਿਆ ਹੈ। ਇਸ ਮੀਟਿੰਗ ਵਿਚ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲੰਘੇ ਦਿਨੀਂ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਇਸਦੇ ਚੱਲਦਿਆਂ ਲੁਧਿਆਣਾ, ਜਲੰਧਰ, ਪਟਿਆਲਾ, ਅੰਮਿ੍ਰਤਸਰ ਅਤੇ ਫਗਵਾੜਾ ਨਿਗਮਾਂ ਦੀਆਂ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਨਿਗਮ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਸ਼ਹਿਰਾਂ ਨੂੰ ਵਿਕਾਸ ਕੰਮਾਂ ਲਈ ਫੰਡ ਵੀ ਜਾਰੀ ਕਰ ਸਕਦੀ ਹੈ। 

 

ਹੁਣ 13 ਦੀ ਥਾਂ 20 ਨਵੰਬਰ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ, ਉਤਰ ਪ੍ਰਦੇਸ਼ ਅਤੇ ਕੇਰਲਾ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਰਾਜਾਂ ਦੀਆਂ 14 ਵਿਧਾਨ ਸਭਾ ਸੀਟਾਂ ’ਤੇ ਹੁਣ 13 ਨਵੰਬਰ ਦੀ ਥਾਂ 20 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 4, ਉਤਰ ਪ੍ਰਦੇਸ਼ ਦੀਆਂ 9 ਅਤੇ ਕੇਰਲਾ ਦੀ 1 ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਹੁਣ 20 ਨਵੰਬਰ ਨੂੰ ਹੋਵੇਗੀ। ਜ਼ਿਮਨੀ ਚੋਣਾਂ ਦੀਆਂ ਤਰੀਕਾਂ ਵਿਚ ਬਦਲਾਅ ਸਬੰਧਤ ਸੂਬਿਆਂ ਦੀਆਂ ਮੁੱਖ ਸਿਆਸੀ ਪਾਰਟੀਆਂ ਦੀ ਮੰਗ ’ਤੇ ਕੀਤਾ ਗਿਆ ਹੈ। ਇਨ੍ਹਾਂ ਸਿਆਸੀ ਪਾਰਟੀਆਂ ਵਿਚ ਭਾਜਪਾ, ਕਾਂਗਰਸ, ਆਰ.ਐਲ.ਡੀ. ਅਤੇ ਬਸਪਾ ਸ਼ਾਮਲ ਹਨ। ਧਿਆਨ ਰਹੇ ਕਿ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਹੋਣੀ ਹੈ।  

 

 

ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮਿ੍ਰਤਸਰ ’ਚ ਹੋਈ ਸਲਾਨਾ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਧਿਆਨ ਰਹੇ ਕਿ ਹਰਜਿੰਦਰ ਸਿੰਘ ਧਾਮੀ ਨੂੰ ਸ਼ੋ੍ਰਮਣੀ ਅਕਾਲੀ ਦਲ ਨੇ ਉਮੀਦਵਾਰ ਐਲਾਨਿਆ ਸੀ। ਇਸੇ ਦੌਰਾਨ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ।  ਸਲਾਨਾ ਜਨਰਲ ਇਜਲਾਸ ਦੌਰਾਨ ਕੁੱਲ 142 ਮੈਂਬਰਾਂ ਨੇ ਵੋਟ ਪਾਈ ਅਤੇ ਐਡਵੋਕੇਟ ਧਾਮੀ ਨੂੰ 107 ਵੋਟਾਂ ਹਾਸਲ ਹੋਈਆਂ। ਪ੍ਰਧਾਨ ਦੇ ਅਹੁਦੇ ਵਾਸਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 33 ਵੋਟਾਂ ਹੀ ਮਿਲੀਆਂ ਜਦੋਂਕਿ 2 ਵੋਟਾਂ ਰੱਦ ਕਰ ਦਿੱਤੀਆਂ ਗਈਆਂ। ਇਸ ਤੋਂ ਇਲਾਵਾ 11 ਮੈਂਬਰ ਅੰਤਰਿੰਗ ਕਮੇਟੀ ਵਾਸਤੇ ਵੀ ਚੁਣੇ ਗਏ ਹਨ। ਪ੍ਰਧਾਨ ਦੇ ਅਹੁਦੇ ਤੋਂ ਇਲਾਵਾ ਬਾਕੀ ਅਹੁਦਿਆਂ ਵਾਸਤੇ ਵਿਰੋਧੀ ਧਿਰ ਵੱਲੋਂ ਕੋਈ ਵੀ ਉਮੀਦਵਾਰ ਪੇਸ਼ ਨਹੀਂ ਕੀਤਾ ਗਿਆ, ਜਿਸ ਕਾਰਨ ਬਾਕੀ ਸਾਰੇ ਅਹੁਦੇਦਾਰ ਬਿਨਾਂ ਵਿਰੋਧ ਚੁਣੇ ਗਏ ਹਨ।

 

ਐਸਜੀਪੀਸੀ ਦੀ ਚੋਣ ਜਿੱਤਣ ਤੋਂ ਬਾਅਦ ਬੋਲੇ ਧਾਮੀ

ਕਿਹਾ : ਅੱਜ ਭੰਨਤੋੜ ਕਰਨ ਵਾਲੀਆਂ ਤਾਕਤਾਂ ਦੀ ਹੋਈ ਹੈ ਹਾਰ 

ਅੰਮਿ੍ਰਤਸਰ/ਬਿਊਰੋ ਨਿਊਜ਼

ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਜਿੱਤਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਅੱਜ ਭੰਨਤੋੜ ਕਰਨ ਵਾਲੀਆਂ ਤਾਕਤਾਂ ਹਾਰੀਆਂ ਹਨ ਤੇ ਅੱਜ ਦਾ ਫੈਸਲਾ ਵਿਰੋਧੀ ਸ਼ਕਤੀਆਂ ’ਤੇ ਬਹੁਤ ਵੱਡੀ ਲਾਹਨਤ ਹੈ। ਉਨ੍ਹਾਂ ਕਿਹਾ ਕਿ ਹਾਊਸ ਨੇ ਪੁਰਾਤਨ ਮਰਿਆਦਾ ਕਾਇਮ ਰੱਖੀ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ’ਚ ਸਾਨੂੰ ਬਹੁਤ ਵੱਡੀ ਜਿੱਤ ਮਿਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਅਤੇ ਜਨਤਾ ਨੇ ਸਾਨੂੰ ਆਸ਼ੀਰਦਾਦ ਦਿੱਤਾ ਹੈ। ਇਹ ਫਤਵਾ ਉਨ੍ਹਾਂ ਲੋਕਾਂ ਨੂੰ ਵੱਡਾ ਸੰਦੇਸ਼ ਦੇਵੇਗਾ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਨਤਾ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੈ। ਉਧਰ ਦੂਜੇ ਪਾਸੇ ਐਸਜੀਪੀਸੀ ਦੀ ਚੋਣ ਹਾਰਨ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਖਰੀਦੋ ਫਰੋਖਤ ਦੇ ਆਰੋਪ ਲਗਾਏ ਹਨ।

 

6 ਨਵੰਬਰ ਦਿਨ ਬੁੱਧਵਾਰ ਨੂੰ ਅੰਮਿ੍ਰਤਸਰ ’ਚ ਹੋਵੇਗੀ ਮੀਟਿੰਗ

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਉਂਦੀ 6 ਨਵੰਬਰ ਦਿਨ ਬੁੱਧਵਾਰ ਨੂੰ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਮੀਟਿੰਗ ਸੱਦ ਲਈ ਹੈ ਅਤੇ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਕੁਝ ਪੱਤਰਕਾਰਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਅੰਮਿ੍ਰਤਸਰ ਵਿਚ 6 ਨਵੰਬਰ ਨੂੰ ਸਵੇਰੇ 10 ਵਜੇ ਹੋਣੀ ਹੈ। ਜ਼ਿਕਰਯੋਗ ਹੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਅਤੇ ਅਕਾਲੀ ਦਲ ਨਾਲ ਸਬੰਧਤ ਸਾਬਕਾ ਮੰਤਰੀਆਂ ਨੇ ਵੀ ਆਪੋ-ਆਪਣੇ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪੇ ਹੋਏ ਹਨ। ਇਸ ਮਾਮਲੇ ਸਬੰਧੀ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਦੀ ਇਹ ਮੀਟਿੰਗ ਸੱਦੀ ਗਈ ਹੈ ਅਤੇ ਇਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।

 

ਦਿੱਲੀ ਵਿਚ ਹਵਾ ਦੀ ਗੁਣਵੱਤਾ ’ਤੇ ਕੋਈ ਫਰਕ ਨਹੀਂ

ਚੰਡੀਗੜ੍ਹ/ਬਿਊਰੋ ਨਿਊਜ਼

ਅਕਸਰ ਹੀ ਦਿੱਲੀ ਦੇ ਹਵਾ ਪ੍ਰਦੂਸ਼ਣ ਵਿੱਚ ਵਾਧੇ ਲਈ ਜ਼ਿੰਮੇਵਾਰ ਮੰਨੀਆਂ ਜਾਂਦੀਆਂ ਪੰਜਾਬ ’ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ 50 ਫੀਸਦੀ ਤੱਕ ਕਮੀ ਆਈ ਹੈ। ਜਿਸਦਾ ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ’ਤੇ ਬਹੁਤ ਘੱਟ ਪ੍ਰਭਾਵ ਪਿਆ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 27 ਅਕਤੂਬਰ ਤੱਕ ਪੰਜਾਬ ਵਿੱਚ 1,995 ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪਿਛਲੇ ਸਾਲ ਇਸ ਸਮੇਂ ਦੌਰਾਨ ਇਹ ਗਿਣਤੀ 4,059 ਸੀ। ਇਸ ਸਮੇਂ ਦੌਰਾਨ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਾਲ 2022 ਮੁਕਾਬਲੇ 75 ਪ੍ਰਤੀਸ਼ਤ ਦੀ ਕਮੀ ਆਈ ਹੈ। ਲੰਘੇ ਕੱਲ੍ਹ ਐਤਵਾਰ ਨੂੰ ਪੰਜਾਬ ਵਿਚ 138 ਖੇਤਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਖੇਤਾਂ ਵਿੱਚ ਪਰਾਲੀ ਨੂੰ ਅੱਗ ਦੇ ਮਾਮਲਿਆਂ ਵਿੱਚ ਗਿਰਾਵਟ ਦਾ ਦਿੱਲੀ ਵਿੱਚ ਹਵਾ ਪ੍ਰਦੂਸ਼ਣ ’ਤੇ ਕੋਈ ਖਾਸ ਪ੍ਰਭਾਵ ਨਹੀਂ ਪਿਆ ਹੈ ਅਤੇ ਦਿੱਲੀ ਵਿਚ ਹਵਾ ਦੀ ਗੁਣਵੱਤਾ ਬਹੁਤ ਮਾੜੀ ਦਰਜ ਕੀਤੀ ਗਈ ਹੈ।

 

ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਨੇ ਸਿਆਸੀ ਚਰਚਾ ਛੇੜੀ

ਅੰਮਿ੍ਰਤਸਰ/ਬਿਊਰੋ ਨਿਊਜ਼ 

ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਹੋਈ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਦਾ ਪਰਿਵਾਰ ਕਿਸੇ ਵੇਲੇ ਵੀ ਭਾਜਪਾ ਵਿਚ ਸ਼ਾਮਲ ਹੋ ਸਕਦਾ ਹੈ। ਸਿੱਧੂ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਸਿਆਸੀ ਮੰਚ ਤੋਂ ਦੂਰ ਹੈ। ਖਾਸ ਕਰਕੇ ਡਾ. ਨਵਜੋਤ ਕੌਰ ਸਿੱਧੂ ਜੋ ਕੈਂਸਰ ਨਾਲ ਜੰਗ ਲੜਨ ਮਗਰੋਂ ਸਿਹਤਯਾਬ ਹੋਏ ਹਨ ਅਤੇ ਉਨ੍ਹਾਂ ਨੇ ਆਪਣੇ ਤੌਰ ’ਤੇ ਸਿਆਸੀ ਸਰਗਰਮੀਆਂ ਦੀ ਸ਼ੁਰੂਆਤ ਕੀਤੀ ਹੈ। ਧਿਆਨ ਰਹੇ ਕਿ ਉਹ ਪਹਿਲਾਂ ਵੀ ਅੰਮਿ੍ਰਤਸਰ ਪੁੱਜੇ ਸਨ ਅਤੇ ਉਨ੍ਹਾਂ ਨੇ ਆਪਣੇ ਘਰ ਪੂਰਬੀ ਵਿਧਾਨ ਸਭਾ ਹਲਕੇ ਦੇ ਆਪਣੇ ਸਮਰਥਕਾਂ ਨਾਲ ਮੀਟਿੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਤਰਨਜੀਤ ਸਿੰਘ ਸੰਧੂ ਨੇ ਭਾਜਪਾ ਵੱਲੋਂ ਅੰਮਿ੍ਰਤਸਰ ਲੋਕ ਸਭਾ ਹਲਕੇ ਤੋਂ ਸੰਸਦੀ ਚੋਣ ਲੜੀ ਸੀ, ਪਰ ਉਹ ਚੋਣ ਹਾਰ ਗਏ ਸਨ। ਡਾ. ਨਵਜੋਤ ਕੌਰ ਸਿੱਧੂ ਅਤੇ ਭਾਜਪਾ ਆਗੂ ਸੰਧੂ ਨੇ ਮੀਟਿੰਗ ਕਰਕੇ ਅੰਮਿ੍ਰਤਸਰ ਦੇ ਵਿਕਾਸ ਤੇ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਸਿੱਧੂ ਪਰਿਵਾਰ ਨੇ ਸਿਆਸਤ ਵਿੱਚ ਵਾਪਸੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਮੁਲਾਕਾਤ ਨੂੰ ਲੈ ਕੇ ਭਾਜਪਾ ਆਗੂਆਂ ਨੇ ਵੀ ਫਿਲਹਾਲ ਚੁੱਪ ਧਾਰੀ ਹੋਈ ਹੈ। 

ਤਰੁਣਪ੍ਰੀਤ ਸਿੰਘ ਸੋਂਧ ਨੇ ਚੰਡੀਗੜ੍ਹ ’ਚ ਕੀਤੀ ਪ੍ਰੈਸ ਕਾਨਫਰੰਸ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਮੰਤਰੀ ਸੋਂਧ ਨੇ ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਬਾਰੇ ਗੱਲਬਾਤ ਕਰਦਿਆਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਅੰਮਿ੍ਰਤਸਰ ਜ਼ਿਲ੍ਹੇ ਵਿਚ ਇਕ ਕਾਂਗਰਸੀ ਆਗੂ ਨੂੰ ਨਸ਼ਿਆਂ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਸੀ। ਕੈਬਨਿਟ ਮੰਤਰੀ ਸੋਂਧ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਕਿ ਕਾਂਗਰਸ ਪਾਰਟੀ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਕੋਲੋਂ ਵੱਡੀ ਮਾਤਰਾ ਵਿਚ ਨਸ਼ਾ ਬਰਾਮਦ ਹੋਇਆ ਹੈ। ਮੰਤਰੀ ਨੇ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਫਿਰੋਜ਼ਪੁਰ ਦੀ ਇਕ ਸਾਬਕਾ ਕਾਂਗਰਸੀ ਵਿਧਾਇਕਾ, ਜਿਹੜੀ ਭਾਜਪਾ ਵਿਚ ਸ਼ਾਮਲ ਹੋ ਗਈ ਸੀ, ਉਸ ਨੂੰ ਵੀ ਨਸ਼ਿਆਂ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਸੀ। ਇਸ ਮਗਰੋਂ ਭਾਜਪਾ ਨੇ ਸਾਬਕਾ ਵਿਧਾਇਕਾ ਸਤਕਾਰ ਕੌਰ ਗਹਿਰੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ। ਮੰਤਰੀ ਤਰੁਣਪ੍ਰੀਤ ਨੇ ਆਰੋਪ ਲਗਾਇਆ ਕਿ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਦੌਰਾਨ ਨਸ਼ਿਆਂ ਦਾ ਰੁਝਾਨ ਵਧਿਆ ਹੈ। 

 

ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਲਗਾਇਆ ਕਨਵੀਨਰ

ਨਵੀਂ ਦਿੱਲੀ/ਬਿਊਰੋ ਨਿਊਜ਼

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਆਉਂਦੀ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਪਾਰਟੀ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ਵਿਚ 7 ਵਿਅਕਤੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸੇ ਦੌਰਾਨ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚਾਰ ਸਰਕਲਾਂ ਲਈ ਇੰਚਾਰਜ ਅਤੇ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਸਾਂਝੀ ਕੀਤੀ ਹੈ। ਇਸਦੇ ਨਾਲ ਹੀ ਕਮੇਟੀ ਨੇ ਜ਼ਿਮਨੀ ਚੋਣਾਂ ਦੀ ਜ਼ਿੰਮੇਵਾਰੀ ਸੂਬਾ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ, ਜਲੰਧਰ ਦੇ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੋਕ ਸ਼ਰਮਾ ਅਤੇ ਰਵਿੰਦਰ ਡਾਲਵੀ ਨੂੰ ਸੌਂਪੀ ਹੈ। 

 

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੂੰ ਮਿਲੇ ਭਾਜਪਾ ਆਗੂ

ਨਵੀਂ ਦਿੱਲੀ/ਬਿਊਰੋ ਨਿਊਜ਼

ਪੰਜਾਬੀ ਗਾਇਕ ਅਤੇ ਫਿਲਮ ਅਦਾਕਾਰ ਦਿਲਜੀਤ ਦੁਸਾਂਝ ਇਸ ਸਮੇਂ ਭਾਰਤ ਵਿਚ ਆਪਣੇ ‘ਦਿਲ-ਲੂਮਿਨਾਟੀ ਟੂਰ’ ਨੂੰ ਲੈ ਕੇ ਚਰਚਾ ਵਿਚ ਹਨ। ਦਿੱਲੀ ਵਿਚ ਸ਼ੋਅ ਤੋਂ ਬਾਅਦ ਦਿਲਜੀਤ ਦੁਸਾਂਝ ਨੇ ਭਾਜਪਾ ਆਗੂ ਜੈਵੀਰ ਸ਼ੇਰਗਿੱਲ ਨਾਲ ਮੁਲਾਕਾਤ ਵੀ ਕੀਤੀ ਹੈ। ਦਿਲਜੀਤ ਦੁਸਾਂਝ ਆਪਣੀ ਟੀਮ ਦੇ ਨਾਲ ਜੈਵੀਰ ਸ਼ੇਰਗਿੱਲ ਦੇ ਦਿੱਲੀ ਸਥਿਤ ਘਰ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਦੱਸਿਆ ਗਿਆ ਕਿ ਭਾਜਪਾ ਆਗੂ ਜੈਵੀਰ ਸ਼ੇਰਗਿੱਲ ਮੂਲ ਰੂਪ ਵਿਚ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਦਿਲਜੀਤ ਦੁਸਾਂਝ ਵੀ ਜਲੰਧਰ ਨਾਲ ਹੀ ਸਬੰਧਤ ਹਨ। ਜ਼ਿਕਰਯੋਗ ਹੈ ਕਿ ਜੈਵੀਰ ਸ਼ੇਰਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਦਿਲਜੀਤ ਦੁਸਾਂਝ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ। ਸ਼ੇਰਗਿੱਲ ਨੇ ਕਿਹਾ ਸੀ ਕਿ ਪੰਜਾਬੀਆਂ ਦੀ ਸ਼ਾਨ ਦੇ ਤੌਰ ’ਤੇ ਦਿਲਜੀਤ ਭਾਅ ਜੀ ਨੂੰ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਸੀ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਦਿਲਜੀਤ ਦੁਸਾਂਝ ਕੋਲੋਂ ਜ਼ਰੂਰ ਸਿੱਖਣਾ ਚਾਹੀਦਾ ਹੈ। ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਮੇਰੇ ਬੱਚੇ ਵੀ ਅੱਜ ਕਹਿੰਦੇ ਹਨ ਕਿ ਉਹ ਦਿਲਜੀਤ ਦੁਸਾਂਝ ਵਾਲੇ ਪੰਜਾਬ ਤੋਂ ਹਨ। 

 

31 ਅਕਤੂਬਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀ ਹੋਵੇਗੀ ਬੈਠਕ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਤਰੀਕੇ ਨਾਲ ਲਿਫਟਿੰਗ ਨਾ ਹੋਣ ਦੇ ਮਾਮਲੇ ਵਿਚ ਅੱਜ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਕੇਂਦਰ ਸਰਕਾਰ ਵਲੋਂ ਜਵਾਬ ਦਾਖਲ ਕਰਕੇ ਦੱਸਿਆ ਗਿਆ ਹੈ ਕਿ 31 ਅਕਤੂਬਰ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿਚ ਇਸ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸੇ ਦੌਰਾਨ ਹਾਈਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਮਾਮਲੇ ਦਾ ਹੱਲ ਆਪਸੀ ਸਹਿਮਤੀ ਨਾਲ ਕੀਤਾ ਜਾਵੇ ਕਿਉਂਕਿ ਇਹ ਮਾਮਲਾ ਪੂਰੇ ਸੂਬੇ ਨਾਲ ਜੁੜਿਆ ਹੋਇਆ ਹੈ। ਅੱਜ ਹੋਈ ਸੁਣਵਾਈ ਮੌਕੇ ਪੰਜਾਬ ਸਰਕਾਰ ਵਲੋਂ ਵੀ ਵਕੀਲ ਪੇਸ਼ ਹੋਏ, ਜਿਨ੍ਹਾਂ ਨੇ ਸੂਬਾ ਸਰਕਾਰ ਵਲੋਂ ਕੀਤੇ ਗਏ ਇੰਤਜ਼ਾਮਾਂ ਸਬੰਧੀ ਦੱਸਿਆ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਸ਼ਾਮ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਵੀ ਮੁਲਾਕਾਤ ਸੀ। ਇਨ੍ਹਾਂ ਆਗੂਆਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਨੂੰ ਕਿਹਾ ਜਾਏ ਕਿ ਪੰਜਾਬ ’ਚ ਝੋਨੇ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣ ਲਈ ਯਤਨ ਕੀਤੇ ਜਾਣ।

 

ਕਿਹਾ : ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ

ਅੰਮਿ੍ਰਤਸਰ/ਬਿਊਰੋ ਨਿਊਜ਼

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਮੁਆਫੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਵਲੋਂ ਇਹ ਮੁਆਫੀਨਾਮਾ ਪੱਤਰ ਸਥਾਨਕ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੁਆਰਾ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਇਕ ਚੈਨਲ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ, ਜਿਸ ਸੰਬੰਧੀ ਉਨ੍ਹਾਂ ਅੱਜ ਜਥੇਦਾਰ ਨੂੰ ਪੱਤਰ ਭੇਜ ਕੇ ਮੁਆਫੀ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉੱਥੋਂ ਦੇ ਜੱਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਹਨ। ਜੇਕਰ ਅਣਜਾਣੇ ਵਿੱਚ ਮੈਥੋਂ ਇਸ ਮਹਾਨ ਸੰਸਥਾ ਦੀ ਸ਼ਾਨ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਖਿਮਾਂ ਦਾ ਜਾਚਕ ਹਾਂ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਾਹਮਣੇ ਸਿਰ ਝੁਕਾਉਂਦਾ ਹੋਇਆ ਜਥੇਦਾਰ ਸਾਹਿਬ ਪਾਸੋਂ ਮੁਆਫ਼ੀ ਦਾ ਤਲਬਗਾਰ ਹਾਂ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.