Sunday, 14 June 2026

ਕਿਹਾ : ਇਹ ਅਮਰੀਕੀ ਨਾਗਰਿਕਾਂ ਲਈ ਵੱਡਾ ਖਤਰਾ

ਵਾਸ਼ਿੰਗਟਨ/ਬਿਊਰੋ ਨਿਊਜ਼

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਭਾਰਤ, ਚੀਨ, ਅਫਗਾਨਿਸਤਾਨ ਅਤੇ ਪਾਕਿਸਤਾਨ ਸਣੇ 23 ਦੇਸ਼ ਨਸ਼ੀਲੇ ਪਦਾਰਥਾਂ ਦੀ ਗੈਰਕਾਨੂੰਨੀ ਤਸਕਰੀ ਅਤੇ ਉਤਪਾਦਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੁਲਕ ਗੈਰਕਾਨੂੰਨੀ ਨਸ਼ੀਲੇ ਪਦਾਰਥਾਂ ਅਤੇ ਰਸਾਇਣਾਂ ਦਾ ਨਿਰਮਾਣ ਅਤੇ ਤਸਕਰੀ ਕਰਕੇ ਅਮਰੀਕਾ ਅਤੇ ਉਸਦੇ ਨਾਗਰਿਕਾਂ ਦੀ ਸੁਰੱਖਿਆ ਲਈ ਖਤਰਾ ਬਣ ਰਹੇ ਹਨ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ 23 ਦੇਸ਼ਾਂ ਦੀ ਪ੍ਰਮੁੱਖ ਨਸ਼ੀਲੇ ਪਦਾਰਥਾਂ ਦੀ ਆਵਾਜਾਈ ਜਾਂ ਪ੍ਰਮੁੱਖ ਗੈਰਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਉਤਪਾਦਕ ਵਜੋਂ ਪਛਾਣ ਕੀਤੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਡਰੱਗ ਤਸਕਰੀ, ਖਾਸ ਕਰਕੇ ਫੈਂਟੇਨਾਈਲ ਵਰਗੇ ਘਾਤਕ ਡਰੱਗ ਨੇ ਅਮਰੀਕਾ ਵਿਚ ਨੈਸ਼ਨਲ ਐਮਰਜੈਂਸੀ ਜਿਹੇ ਹਾਲਾਤ ਪੈਦਾ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਪਬਲਿਕ ਹੈਲਥ ਲਈ ਸੰਕਟ ਦਾ ਕਾਰਨ ਬਣ ਰਿਹਾ ਹੈ ਅਤੇ 18 ਤੋਂ 44 ਸਾਲ ਦੇ ਅਮਰੀਕੀਆਂ ਦੀ ਮੌਤ ਦਾ ਵੀ ਮੁੱਖ ਕਾਰਨ ਹੈ। 

 

ਬਜਟ ਕਟੌਤੀ ਦੇ ਵਿਰੋਧ ’ਚ ਵੱਡੀ ਗਿਣਤੀ ’ਚ ਵਿਅਕਤੀ ਸੜਕਾਂ ’ਤੇ ਆਏ

ਨਵੀਂ ਦਿੱਲੀ/ਬਿਊਰੋ ਨਿਊਜ਼ 

ਨੇਪਾਲ ਤੋਂ ਬਾਅਦ ਹੁਣ ਫਰਾਂਸ ਵਿਚ ਵੀ ਸਰਕਾਰ ਦੇ ਵਿਰੋਧ ਵਿਚ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਬਜਟ ਵਿਚ ਕਟੌਤੀ ਦੇ ਖਿਲਾਫ ਅਤੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ਵਿਚ ਵਿਅਕਤੀ ਸੜਕਾਂ ’ਤੇ ਆ ਗਏ ਹਨ। ਫਰਾਂਸ ਦੇ ਗ੍ਰਹਿ ਮੰਤਰੀ ਨੇ ਪ੍ਰਦਰਸ਼ਨਕਾਰੀਆਂ ’ਤੇ ਬਗਾਵਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਨ ਦਾ ਆਰੋਪ ਲਗਾਇਆ ਹੈ। ਇਸਦੇ ਚੱਲਦਿਆਂ ਫਰਾਂਸ ਬੰਦ ਦਾ ਸੱਦਾ ਖੱਬੇ-ਪੱਖੀ ਪਾਰਟੀਆਂ ਨੇ ਦਿੱਤਾ ਹੈ। ਇਸ ਵਿਰੋਧ ਪ੍ਰਦਰਸ਼ਨ ਨੂੰ ‘ਬਲਾਕ ਐਵਰੀਥਿੰਗ’ ਦਾ ਨਾਮ ਦਿੱਤਾ ਗਿਆ ਸੀ। ਫਰਾਂਸ ਸਰਕਾਰ ਨੇ ਇਸ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆਂ 80 ਹਜ਼ਾਰ ਤੋਂ ਜ਼ਿਆਦਾ ਪੁਲਿਸ ਕਰਮੀਆਂ ਤੈਨਾਤ ਕਰ ਦਿੱਤਾ ਹੈ ਅਤੇ ਹੁਣ ਤੱਕ 200 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਗਿ੍ਰਫਤਾਰ ਵੀ ਕੀਤਾ ਜਾ ਚੁੱਕਾ ਹੈ।

ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜ਼ਾਜਤ ਦੇਣ ਦੀ ਵੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਸਤੇ ਇਜ਼ਾਜ਼ਤ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਬਾਜਵਾ ਅਤੇ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਤੁਰੰਤ ਖੋਲ੍ਹਿਆ ਜਾਵੇ ਅਤੇ ਪਾਕਿਸਤਾਨ ਸਥਿਤ ਸਿੱਖ ਗੁਰੂਧਾਮਾਂ ਦੀ ਯਾਤਰਾ ਮੁੜ ਬਹਾਲ ਕੀਤੀ ਜਾਵੇ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਯਾਤਰਾ ਨਹੀਂ ਹੈ ਬਲਕਿ ਸਿੱਖਾਂ ਲਈ ਇਕ ਆਤਮਿਕ ਅਵਸਰ ਅਤੇ ਧਾਰਮਿਕ ਅਧਿਕਾਰ ਹੈ, ਜਿਸ ਨੂੰ ਰੋਕਣਾ ਬਹੁਤ ਹੀ ਮੰਦਭਾਗਾ ਹੈ। 

ਹਿੰਸਕ ਪ੍ਰਦਰਸ਼ਨਾਂ ਦੌਰਾਨ 22 ਵਿਅਕਤੀਆਂ ਦੀ ਜਾ ਚੁੱਕੀ ਹੈ ਜਾਨ

ਨਵੀਂ ਦਿੱਲੀ/ਬਿਊਰੋ ਨਿਊਜ਼ 

ਨੇਪਾਲ ਵਿਚ ਸਰਕਾਰ ਵਲੋਂ ਸ਼ੋਸ਼ਲ ਮੀਡੀਆ ’ਤੇ ਲਗਾਈ ਗਈ ਪਾਬੰਦੀ ਦੇ ਖਿਲਾਫ ਅਤੇ ਭਿ੍ਰਸ਼ਟਾਚਾਰ ਦੇ ਖਿਲਾਫ ਜਾਰੀ ਅੰਦੋਲਨ ਨੂੰ ਅੱਜ ਤੀਜਾ ਦਿਨ ਹੈ। ਹਿੰਸਕ ਪ੍ਰਦਰਸਨਾਂ ਨੂੰ ਰੋਕਣ ਲਈ ਫੌਜ ਨੇ ਪੂਰੇ ਦੇਸ਼ ਦਾ ਕੰਟਰੋਲ ਆਪਣੇ ਹੱਥਾਂ ਵਿਚ ਲੈ ਲਿਆ ਹੈ। ਇਸਦੇ ਚੱਲਦਿਆਂ ਦੇਸ਼ ਵਿਆਪੀ ਪਾਬੰਦੀਆਂ ਵੀ ਲਾਗੂ ਕਰ ਦਿੱਤੀਆਂ ਗਈਆਂ ਹਨ ਅਤੇ ਕਰਫਿਊ ਵੀ ਲਗਾਇਆ ਗਿਆ। ਨੇਪਾਲ ਦੀ ਫੌਜ ਨੇ ਕਿਹਾ ਕਿ ਮੁਸ਼ਕਲ ਸਮੇਂ ਦਾ ਫਾਇਦਾ ਚੁੱਕ ਕੇ ਕੁਝ ਪ੍ਰਦਰਸ਼ਨੀਕਾਰੀ ਆਮ ਲੋਕਾਂ ਅਤੇ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾ ਰਹੇ ਹਨ। ਧਿਆਨ ਰਹੇ ਕਿ ਪ੍ਰਦਰਸ਼ਨਕਾਰੀਆਂ ਦੇ ਗੁੱਸੇ ਨੂੰ ਦੇਖਦੇ ਹੋਏ ਕੇ.ਪੀ. ਸ਼ਰਮਾ ਓਲੀ ਨੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਨੇ ਕਾਠਮੰਡੂ ਵੀ ਛੱਡ ਦਿੱਤਾ ਸੀ। ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇ.ਪੀ. ਓਲੀ ਦੀ ਨਿੱਜੀ ਰਿਹਾਇਸ਼, ਰਾਸ਼ਟਰਪਤੀ ਭਵਨ ਅਤੇ ਸੁਪਰੀਮ ਕੋਰਟ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਨੇਪਾਲੀ ਦੀ ਰਾਜਧਾਨੀ ਕਾਠਮੰਡੂ ਅਤੇ ਨੇੜਲੇ ਇਲਾਕਿਆਂ ਵਿਚ ਹਿੰਸਕ ਪ੍ਰਦਰਸ਼ਨਾਂ ਦੌਰਾਨ ਹੁਣ ਤੱਕ 22 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ 400 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਹੋ ਚੁੱਕੇ ਹਨ।  

ਸਾਬਕਾ ਰਾਸ਼ਟਰਪਤੀ ਜੋਅ ਬਾਈਡਨ ਦੇ ਕਾਰਜਕਾਲ ’ਚ ਬਣੀ ਪਰਵਾਸ ਨੀਤੀ ਨੂੰ ਭੰਡਿਆ

ਵਾਸ਼ਿੰਗਟਨ/ਬਿਊਰੋ ਨਿਊਜ਼

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੱਲਾਸ ਵਿਚ ਹੋਈ ਭਾਰਤੀ ਮੂਲ ਦੇ ਮੋਟਲ ਮੈਨੇਜਰ ਦੀ ਹੱਤਿਆ ਮਗਰੋਂ ਪਰਵਾਸ ਨੀਤੀ ਦੀ ਨਿਖੇਧੀ ਕੀਤੀ ਹੈ। ਧਿਆਨ ਰਹੇ ਕਿ ਇਹ ਪਰਵਾਸ ਨੀਤੀ ਪਹਿਲੇ ਰਾਸ਼ਟਰਪਤੀ ਜੋਅ ਬਾਈਡਨ ਦੇ ਕਾਰਜਕਾਲ ਦੌਰਾਨ ਬਣੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮੋਟਲ ਮੈਨੇਜਰ ਦਾ ਕਤਲ ਕਥਿਤ ਤੌਰ ’ਤੇ ਅਪਰਾਧਿਕ ਪਿਛੋਕੜ ਵਾਲੇ ਗੈਰ-ਦਸਤਾਵੇਜੀ ਕਿਊਬਾ ਦੇ ਪਰਵਾਸੀ ਵਲੋਂ ਕੀਤਾ ਗਿਆ ਸੀ। ਇਸਦੇ ਚੱਲਦਿਆਂ ਟਰੰਪ ਨੇ ਆਪਣੇ ਸ਼ੋਸ਼ਲ ਮੀਡੀਆ ਪਲੇਟਫਾਰਮ ’ਤੇ ਇਕ ਪੋਸਟ ਵਿਚ ਹਮਲਾਵਰ ਨੂੰ ਗੈਰਕਾਨੂੰਨੀ ਵਿਦੇਸ਼ੀ ਦੱਸਿਆ ਹੈ। ਟਰੰਪ ਨੇ ਕਿਹਾ ਹੈ ਕਿ ਇਸ ਲਈ ਜੋਅ ਬਾਈਡਨ ਦੀਆਂ ਨਰਮ ਨੀਤੀਆਂ ਜ਼ਿੰਮੇਵਾਰ ਹਨ। ਜ਼ਿਕਰਯੋਗ ਹੈ ਕਿ ਕਰਨਾਟਕ ਦੇ ਮੂਲ ਨਿਵਾਸੀ ਚੰਦਰ ਮੌਲੀ ’ਤੇ ਲੰਘੀ 10 ਸਤੰਬਰ ਨੂੰ ਇਕ ਵਿਅਕਤੀ ਨੇ ਚਾਕੂ ਨਾਲ ਹਮਲਾ ਕੀਤਾ ਸੀ ਅਤੇ ਉਸਦੀ ਮੌਤ ਹੋ ਗਈ ਸੀ। ਇਸ ਘਟਨਾ ਨੇ ਭਾਰਤੀ ਅਮਰੀਕੀ ਭਾਈਚਾਰੇ ਨੂੰ ਪੂਰੀ ਤਰ੍ਹਾਂ ਹਿਲਾ ਦਿੱਤਾ ਸੀ।  

ਵਿੱਤ ਮੰਤਰੀ ਅਤੇ ਸਾਬਕਾ ਪੀਐਮ ਸ਼ੇਰ ਬਹਾਦੁਰ ਨੂੰ ਪ੍ਰਦਰਸ਼ਨਕਾਰੀਆਂ ਨੇ ਕੁੱਟਿਆ

ਨਵੀਂ ਦਿੱਲੀ/ਬਿਊਰੋ ਨਿਊਜ਼ 

ਨੇਪਾਲ ਵਿਚ ਸੋਸ਼ਲ ਮੀਡੀਆ ’ਤੇ ਬੈਨ ਲਗਾਏ ਜਾਣ ਖਿਲਾਫ ਨੌਜਵਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਇਨ੍ਹਾਂ ਹਿੰਸਕ ਵਿਰੋਧ ਪ੍ਰਦਰਸ਼ਨਾਂ ਨਾਲ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਅਤੇ ਰਾਸ਼ਟਰਪਤੀ ਰਾਮਚੰਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੀਐਮ ਓਲੀ ਨੂੰ ਫੌਜ ਹੈਲੀਕਾਪਟਰ ਰਾਹੀਂ ਕਿਸੇ ਅਣਦੱਸੀ ਥਾਂ ’ਤੇ ਲੈ ਗਈ ਹੈ। ਦੱਸਣਯੋਗ ਹੈ ਕਿ ਨੇਪਾਲ ਵਿਚ ਹਿੰਸਾ ਦੌਰਾਨ ਹੁਣ ਤੱਕ 19 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸਦੇ ਚੱਲਦਿਆਂ ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਵਿਚ ਅੱਗ ਵੀ ਲਗਾ ਦਿੱਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਓਲੀ, ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਦੀ ਨਿੱਜੀ ਰਿਹਾਇਸ਼ ’ਤੇ ਭੰਨ ਤੋੜ ਵੀ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਓਬਾ ਨੂੰ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਕੁੱਟਿਆ। ਇਸੇ ਦੌਰਾਨ ਵਿੱਤ ਮੰਤਰੀ ਵਿਸ਼ਣੂ ਪੋਡੈਲ ਨੂੰ ਵੀ ਕਾਠਮੰਡੂ ਵਿਚ ਉਨ੍ਹਾਂ ਦੀ ਰਿਹਾਇਸ਼ ਦੇ ਨੇੜੇ ਕੁੱਟਿਆ ਗਿਆ। 

 

ਨੇਪਾਲ ’ਚ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ

ਨਵੀਂ ਦਿੱਲੀ/ਬਿਊਰੋ ਨਿਊਜ਼  

ਨੇਪਾਲ ਸਰਕਾਰ ਵਲੋਂ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪਾਬੰਦੀ ਲਗਾਉਣ ਤੋਂ ਬਾਅਦ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਦੇਖਦਿਆਂ ਭਾਰਤ ਨੇ ਨੇਪਾਲ ਵਿਚ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਉਹ ਨੇਪਾਲ ਵਿਚ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਐਡਵਾਈਜ਼ਰੀ ਵਿਚ ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਸਥਾਨਕ ਅਧਿਕਾਰੀਆਂ ਵਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਨੇਪਾਲ ਵਿਚ ਹਿੰਸਕ ਕਾਰਵਾਈਆਂ ’ਤੇ ਚਿੰਤਾ ਜ਼ਾਹਰ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਅਤੇ ਗੱਲਬਾਤ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। 

ਰਾਸ਼ਟਰਪਤੀ ਅਤੇ ਫੌਜ ਮੁਖੀ ਨੇ ਕਾਰਕੀ ਦੇ ਨਾਮ ’ਤੇ ਲਗਾਈ ਮੋਹਰ

ਕਾਠਮੰਡੂ/ਬਿਊਰੋ ਨਿਊਜ਼  

ਨੇਪਾਲ ਵਿਚ ਕਈ ਦਿਨਾਂ ਤੋਂ ਜਾਰੀ ਸਿਆਸੀ ਸੰਕਟ ਅਤੇ ‘ਜੇਨ-ਜ਼ੀ’ ਅੰਦੋਲਨ ਤੋਂ ਬਾਅਦ ਆਖਰਕਾਰ ਸਸਪੈਂਸ ਖਤਮ ਹੋ ਗਿਆ ਹੈ। ਨੇਪਾਲ ਦੀ ਪਹਿਲੀ ਮਹਿਲਾ ਮੁੱਖ ਜੱਜ ਰਹਿ ਚੁੱਕੀ ਸੁਸ਼ੀਲਾ ਕਾਰਕੀ ਦੇਸ਼ ਦੀ ਪ੍ਰਧਾਨ ਮੰਤਰੀ ਹੋਵੇਗੀ। ਰਾਸ਼ਟਰਪਤੀ ਭਵਨ ਵਿਚ ਹੋਈ ਇਕ ਮੀਟਿੰਗ ਤੋਂ ਬਾਅਦ ਰਾਸ਼ਟਰਪਤੀ ਰਾਮ ਚੰਦਰ ਪੌਡੇਲ ਅਤੇ ਫੌਜ ਮੁਖੀ ਅਸ਼ੋਕ ਰਾਜ ਸਿਗਡੇਲ ਨੇ ਉਨ੍ਹਾਂ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਉਧਰ ਦੂਜੇ ਪਾਸੇ ਨੇਪਾਲ ਦੇ ਇਮੀਗਰੇਸ਼ਨ ਵਿਭਾਗ ਨੇ ਕਿਹਾ ਹੈ ਕਿ ਜਿਨ੍ਹਾਂ ਵਿਦੇਸ਼ੀ ਵਿਅਕਤੀਆਂ ਦਾ ਵੀਜ਼ਾ 8 ਸਤੰਬਰ ਤੋਂ ਬਾਅਦ ਖਤਮ ਹੋ ਗਿਆ ਤੇ ਜਿਹੜੇ ਨੇਪਾਲ ਵਿਚ ਰਹਿ ਰਹੇ ਹਨ, ਉਹ ਬਗੈਰ ਕਿਸੇ ਫੀਸ ਦੇ ਪਰਮਿਟ ਹਾਸਲ ਕਰ ਸਕਦੇ ਹਨ। ਇਸਦੇ ਚੱਲਦਿਆਂ ਵਿਦੇਸ਼ੀ ਨਾਗਰਿਕਾਂ ਲਈ ਵੀਜ਼ਾ ਟਰਾਂਸਫਰ ਦੀ ਵੀ ਵਿਵਸਥਾ ਕੀਤੀ ਗਈ ਹੈ।

ਨੇਪਾਲ ’ਚ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼  

ਨੇਪਾਲ ਵਿਚ ਸੋਸ਼ਲ ਮੀਡੀਆ ’ਤੇ ਬੈਨ ਲਗਾਏ ਜਾਣ ਖਿਲਾਫ ਨੌਜਵਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਹੁਣ ਤੱਕ 19 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਪ੍ਰਦਰਸ਼ਨਕਾਰੀਆਂ ਨੇ ਅੱਜ ਮੰਗਲਵਾਰ ਨੂੰ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਓਲੀ ਦੇ ਘਰ ਦੀ ਭੰਨਤੋੜ ਕੀਤੀ ਅਤੇ ਫਿਰ ਘਰਾਂ ਨੂੰ ਅੱਗ ਦੇ ਹਵਾਲੇ ਦਿੱਤਾ। ਇਸੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਅਤੇ ਸ਼ੇਰ ਬਹਾਦੁਰ ਦੇਓਬਾ, ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਰਮੇਸ਼ ਲੇਖਕ ਅਤੇ ਸੰਚਾਰ ਮੰਤਰੀ ਪਿ੍ਰਥਵੀ ਸੁਬਾ ਗੁਰੰਗ ਦੇ ਘਰਾਂ ਦੀ ਵੀ ਭੰਨ ਤੋੜ ਕੀਤੀ ਗਈ। ਇਸਦੇ ਚੱਲਦਿਆਂ ਸਰਕਾਰ ਵਿਚੋਂ ਮੰਤਰੀਆਂ ਨੇ ਅਸਤੀਫੇ ਦੇਣੇ ਸ਼ੁਰੂ ਕਰ ਦਿੱਤੇ ਹਨ। ਗ੍ਰਹਿ ਮੰਤਰੀ ਰਮੇਸ਼ ਲੇਖਕ ਤੋਂ ਬਾਅਦ ਖੇਤੀ ਮੰਤਰੀ ਰਾਮਨਾਥ ਅਧਿਕਾਰੀ, ਸਿਹਤ ਮੰਤਰੀ ਪ੍ਰਦੀਪ ਪੌਡੇਲ ਅਤੇ ਜਲ ਸਰੋਤ ਮੰਤਰੀ ਪ੍ਰਦੀਪ ਯਾਦਵ ਨੇ ਵੀ ਆਪੋ-ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸਦੇ ਚੱਲਦਿਆਂ ਭਾਰਤ ਦੀ ਸਰਕਾਰ ਨੇ ਨੇਪਾਲ ਵਿਚ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਐਡਵਾਈਜ਼ਰੀ ਵਿਚ ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਸਥਾਨਕ ਅਧਿਕਾਰੀਆਂ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। 

14 ਸਤੰਬਰ ਦਿਨ ਐਤਵਾਰ ਨੂੰ ਦੁਬਈ ’ਚ ਖੇਡਿਆ ਜਾਣਾ ਹੈ ਇਹ ਮੈਚ

ਨਵੀਂ ਦਿੱਲੀ/ਬਿਊਰੋ ਨਿਊਜ਼ 

ਸੁਪਰੀਮ ਕੋਰਟ ਨੇ ਕ੍ਰਿਕਟ ਏਸ਼ੀਆ ਕੱਪ-2025 ਦੇ ਚੱਲਦਿਆਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਦੁਬਈ ’ਚ ਖੇਡੇ ਜਾਣ ਵਾਲੇ ਕਿ੍ਰਕਟ ਮੈਚ ਨੂੰ ਰੋਕਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਨੇ ਕਿਹਾ ਕਿ ਮੈਚ ਆਉਂਦੇ ਐਤਵਾਰ ਨੂੰ ਹੋਣਾ ਹੈ, ਇਸ ’ਤੇ ਕੋਈ ਸੁਣਵਾਈ ਨਹੀਂ ਹੋਵੇਗੀ। ਅਦਾਲਤ ਨੇ ਦੱਸਿਆ ਕਿ ਪਟੀਸ਼ਨਕਰਤਾ ਨੇ 14 ਸਤੰਬਰ ਨੂੰ ਹੋਣ ਵਾਲੇ ਮੈਚ ਤੋਂ ਪਹਿਲਾਂ ਸੁਣਵਾਈ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਮੈਚ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿਚ ਚਾਰ ਕਾਨੂੰਨ ਦੇ ਵਿਦਿਆਰਥੀਆਂ ਵਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਦਹਿਸ਼ਤੀ ਹਮਲੇ ਅਤੇ ਅਪਰੇਸ਼ਨ ਸੰਧੂਰ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਕਰਵਾਉਣਾ ਭਾਵਨਾਵਾਂ ਦੇ ਖਿਲਾਫ ਹੈ। ਇਸਦੇ ਚੱਲਦਿਆਂ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿਚ ਤੁਰੰਤ ਦਖਲਅੰਦਾਜ਼ੀ ਸੰਭਵ ਨਹੀਂ ਹੈ। 

ਭਿ੍ਰਸ਼ਟਾਚਾਰ ਦੇ ਖਿਲਾਫ ਨੇਪਾਲ ’ਚ ਹੋ ਰਹੇ ਹਨ ਰੋਸ ਪ੍ਰਦਰਸ਼ਨ

ਨਵੀਂ ਦਿੱਲੀ/ਬਿਊਰੋ ਨਿਊਜ਼  

ਨੇਪਾਲ ਵਿਚ ਉਥੋਂ ਦੀ ਸਰਕਾਰ ਦੇ ਖਿਲਾਫ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ 16 ਵਿਅਕਤੀਆਂ ਦੀ ਜਾਨ ਚਲੇ ਗਈ ਹੈ ਅਤੇ ਕਈ ਨੌਜਵਾਨ ਜ਼ਖ਼ਮੀ ਵੀ ਹੋ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਨੇਪਾਲ ਪੁਲਿਸ ਨੇ ਇਸਦੀ ਪੁਸ਼ਟੀ ਕੀਤੀ ਹੈ। ਭਿ੍ਰਸ਼ਟਾਚਾਰ ਖਿਲਾਫ ਹੋ ਰਹੇ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ 18 ਤੋਂ 30 ਸਾਲ ਦੇ ਨੌਜਵਾਨ ਕਰ ਰਹੇ ਹਨ। ਦੱਸਿਆ ਗਿਆ ਹੈ ਕਿ 12 ਹਜ਼ਾਰ ਤੋਂ ਵੀ ਜ਼ਿਆਦਾ ਨੌਜਵਾਨ ਪ੍ਰਦਰਸ਼ਨਕਾਰੀ ਅੱਜ ਸਵੇਰੇ ਸੰਸਦ ਭਵਨ ਦੇ ਵਿਹੜੇ ਵਿਚ ਦਾਖਲ ਹੋ ਗਏ ਸਨ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਫਾਇਰਿੰਗ ਕਰ ਦਿੱਤੀ। ਨੇਪਾਲ ਦੇ ਇਤਿਹਾਸ ਵਿਚ ਸੰਸਦ ’ਚ ਘੁਸਪੈਠ ਦਾ ਇਹ ਪਹਿਲਾ ਮਾਮਲਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਸੰਸਦ ਦੇ ਗੇਟ ਨੰਬਰ 1 ਅਤੇ 2 ’ਤੇ ਕਬਜ਼ਾ ਕਰ ਲਿਆ ਸੀ। ਇਸ ਤੋਂ ਬਾਅਦ ਸੰਸਦ ਭਵਨ, ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪੀਐਮ ਨਿਵਾਸ ਦੇ ਨੇੜਲੇ ਇਲਾਕਿਆਂ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ।   

ਨਵੀਂ ਦਿੱਲੀ/ਬਿਊਰੋ ਨਿਊਜ਼

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਕ ਅਤੇ ਸੱਜੇ ਪੱਖੀ ਕਾਰਕੁੰਨ ਚਾਰਲੀ ਕਿਰਕ ਦੀ ਇਕ ਪ੍ਰੋਗਰਾਮ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ  ਇਹ ਘਟਨਾ ਯੂਟਾ ਸੂਬੇ ਦੀ ਯੂਟਾ ਵੈਲੀ ਯੂਨੀਵਰਸਿਟੀ ਵਿਚ ਹੋਈ ਹੈ। ਚਾਰਲੀ ਇੱਥੇ ‘ਦ ਅਮਰੀਕਨ ਕਮਬੈਕ ਟੂਰ’ ਪ੍ਰੋਗਰਾਮ ਵਿਚ ਪਹੁੰਚੇ ਸਨ। ਯੂਟਾ ਦੇ ਗਵਰਨਰ ਸਪੈਨਸਰ ਕੌਕਸ ਨੇ ਇਸ ਕਤਲ ਨੂੰ ਰਾਜਨੀਤਕ ਕਤਲ ਦੱਸਿਆ ਹੈ। ਕੌਕਸ ਨੇ ਕਿਹਾ ਕਿ ਇਹ ਸਾਡੇ ਸੂਬੇ ਲਈ ਇਕ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰ ਉਸ ਵਿਅਕਤੀ ਦੀ ਸਰਗਰਮੀ ਨਾਲ ਭਾਲ ਕਰ ਰਹੇ ਹਾਂ, ਜਿਸ ਕੋਲ ਇਸ ਗੋਲੀਬਾਰੀ ਨਾਲ ਸਬੰਧਤ ਕੋਈ ਵੀ ਜਾਣਕਾਰੀ ਹੈ। ਚਾਰਲੀ, ਟਰਨਿੰਗ ਪੁਆਇੰਟ ਯੂ.ਐਸ.ਏ. ਨਾਮ ਦੀ ਸੰਸਥਾ ਚਲਾਉਂਦੇ ਸਨ ਅਤੇ ਇਸ ਵਿਚ ਉਹ ਸਕੂਲਾਂ ਤੇ ਕਾਲਜਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਰਾਜਨੀਤੀ ਦੇ ਬਾਰੇ ਦੱਸਦੇ ਸਨ। ਟਰੰਪ ਨੇ ਸੋਸ਼ਲ ਮੀਡੀਆ ’ਤੇ ਚਾਰਲੀ ਕਿਰਕ ਦੀ ਮੌਤ ਸਬੰਧੀ ਜਾਣਕਾਰੀ ਦਿੱਤੀ ਅਤੇ ਉਸ ਨੂੰ ਮਹਾਨ ਵਿਅਕਤੀ ਦੱਸਿਆ ਹੈ।   

ਕਿਹਾ : ਟਰੰਪ ਤੇ ਮੋਦੀ ਦੀ ਗੂੜ੍ਹੀ ਦੋਸਤੀ ਹੋ ਚੁੱਕੀ ਹੈ ਖਤਮ

ਵਾਸ਼ਿੰਗਟਨ/ਬਿਊਰੋ ਨਿਊਜ਼

ਅਮਰੀਕਾ ਦੇ ਸਾਬਕਾ ਕੌਮੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਜੌਹਨ ਬੋਲਟਨ ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਚੰਗੇ ਸਬੰਧ ਰਹੇ ਹਨ। ਇਸਦੇ ਨਾਲ ਹੀ ਬੋਲਟਨ ਨੇ ਦਾਅਵਾ ਕੀਤਾ ਕਿ ਹੁਣ ਟਰੰਪ ਅਤੇ ਮੋਦੀ ਦੀ ਗੂੜ੍ਹੀ ਦੋਸਤੀ ਖਤਮ ਹੋ ਚੁੱਕੀ ਹੈ। ਉਨ੍ਹਾਂ ਨੇ ਟਰੰਪ ਦੀ ਨੀਤੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਵਾਈਟ ਹਾਊਸ ਨੇ ਅਮਰੀਕਾ ਤੇ ਭਾਰਤ ਦੇ ਸਬੰਧਾਂ ਨੂੰ ਬਹੁਤ ਪਿੱਛੇ ਧੱਕ ਦਿੱਤਾ ਹੈ, ਜਿਸ ਕਰਕੇ ਮੋਦੀ ਰੂਸ ਅਤੇ ਚੀਨ ਦੇ ਨੇੜੇ ਆ ਗਏ ਹਨ। ਉਨ੍ਹਾਂ ਕਿਹਾ ਕਿ ਚੀਨ ਨੇ ਖੁਦ ਨੂੰ ਅਮਰੀਕਾ ਅਤੇ ਟਰੰਪ ਦੇ ਬਦਲ ਦੇ ਰੂਪ ਵਿਚ ਪੇਸ਼ ਕੀਤਾ ਹੈ। ਬੋਲਟਨ ਨੇ ਇਸ ਨੂੰ ਇਕ ਵੱਡੀ ਗਲਤੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਹੁਣ ਠੀਕ ਨਹੀਂ ਕੀਤਾ ਜਾ ਰਿਹਾ ਹੈ ਕਿਉਂਕਿ ਸਥਿਤੀ ਬਹੁਤ ਖਰਾਬ ਹੋ ਚੁੱਕੀ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਬੋਲਟਨ ਨੇ ਮੀਡੀਆ ਨੂੰ ਦਿੱਤੀ ਇਕ ਇੰਟਰਵਿਊ ਵਿਚ ਕਿਹਾ ਸੀ ਕਿ ਟਰੰਪ ਵਲੋਂ ਭਾਰਤ ’ਤੇ 50 ਫੀਸਦੀ ਟੈਰਿਫ ਲਗਾਉਣਾ ਵੱਡੀ ਭੁੱਲ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.