Sunday, 14 June 2026

ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ

ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਉਦਯੋਗਪਤੀ ਅਤੇ ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ। ਇਸ ਦੇ ਨਾਲ ਹੀ ਨਿਤਿਨ ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਜਲਦੀ ਹੀ ਇਥੇ ਆਪਣਾ ਦਫ਼ਤਰ ਖੋਲ੍ਹ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਜ਼ਿਕਰਯੋਗ ਹੈ ਕਿ ਜਲੰਧਰ ਸੈਂਟਰਲ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਭਿ੍ਰਸ਼ਟਾਚਾਰ ਦੇ ਆਰੋਪਾਂ ਤਹਿਤ ਵਿਜੀਲੈਂਸ ਬਿਊਰੋ ਵੱਲੋਂ ਲੰਘੇ ਦਿਨੀਂ ਗਿ੍ਰਫ਼ਤਾਰ ਕੀਤਾ ਗਿਆ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਾਰਟੀ ਵੱਲੋਂ ਰਮਨ ਅਰੋੜਾ ਦੀ ਜਗ੍ਹਾ ਨਿਤਿਨ ਕੋਹਲੀ ਵਜੋਂ ਨਵਾਂ ਬਦਲ ਲੱਭਿਆ ਗਿਆ ਹੈ। ਕਿਉਂਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੀ ਵੀ ਕੋਈ ਕਸਰ ਛੱਡਣ ਦੇ ਮੂਡ ਵਿਚ ਨਹੀਂ ਹੈ।

ਕਿਹਾ : ਪੂਰਾ ਦੇਸ਼ ਅੱਤਵਾਦ ਦੇ ਖਿਲਾਫ਼ ਇਕਜੁੱਟ ਅਤੇ ਗੁੱਸੇ ’ਚ ਹੈ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਪਰੇਸ਼ਨ ਸਿੰਧੂਰ ਸਿਰਫ ਇੱਕ ਫੌਜੀ ਮਿਸ਼ਨ ਨਹੀਂ ਹੈ, ਸਗੋਂ ‘‘ਬਦਲਦੇ ਭਾਰਤ ਦੀ ਤਸਵੀਰ’’ ਹੈ ਜੋ ਦੇਸ ਦੇ ਸੰਕਲਪ, ਹਿੰਮਤ ਅਤੇ ਵਿਸਵ ਪੱਧਰ ’ਤੇ ਵਧਦੀ ਤਾਕਤ ਨੂੰ ਦਰਸਾਉਂਦਾ ਹੈ। ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’  ਰਾਹੀਂ ਰਾਸਟਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ਪੂਰਾ ਦੇਸ ਅੱਤਵਾਦ ਵਿਰੁੱਧ ਇੱਕਜੁਟ, ਗੁੱਸੇ ਵਿੱਚ ਅਤੇ ਦਿ੍ਰੜ ਸੰਕਲਪ ਹੈ। ਮੋਦੀ ਨੇ ‘ਅਪਰੇਸ਼ਨ ਸਿੰਧੂਰ’ ਨੂੰ ਅੱਤਵਾਦ ਵਿਰੁੱਧ ਆਲਮੀ ਲੜਾਈ ਵਿੱਚ ਅਹਿਮ ਮੋੜ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਭਾਰਤ ਦੀ ਵਧਦੀ ਤਾਕਤ ਅਤੇ ਉਦੇਸ਼ ਦੀ ਸਪੱਸਟਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ, ‘‘ਅਪ੍ਰੇਸ਼ਨ ਸਿੰਧੂਰ ਨੇ ਅਤਿਵਾਦ ਵਿਰੁੱਧ ਵਿਸ਼ਵਵਿਆਪੀ ਲੜਾਈ ਵਿੱਚ ਨਵਾਂ ਵਿਸਵਾਸ ਅਤੇ ਜੋਸ਼ ਭਰਿਆ ਹੈ।’’ ਉਨ੍ਹਾਂ ਨੇ ਭਾਰਤੀ ਫੌਜ ਵੱਲੋਂ ਸਰਹੱਦ ਪਾਰ ਅੱਤਵਾਦੀ ਢਾਂਚੇ ’ਤੇ ਕੀਤੇ ਗਏ ਸਟੀਕ ਹਮਲਿਆਂ ਨੂੰ ‘‘ਅਸਾਧਾਰਨ’’ ਕਰਾਰ ਦਿੰਦਿਆਂ ਇਨ੍ਹਾਂ ਦੀ ਸਲਾਘਾ ਕੀਤੀ। 

 

ਭੁਪੇਸ਼ ਬਘੇਲ, ਰਾਜਾ ਵੜਿੰਗ,ਚਰਨਜੀਤ ਚੰਨੀ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਰਹੇ ਮੌਜੂਦ

ਲੁਧਿਆਣਾ/ਬਿਊਰੋ ਨਿਊਜ਼ : ਸਾਬਕਾ ਕੈਬਿਨਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਅੱਜ ਵੀਰਵਾਰ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ। ਇਸ ਮੌਕੇ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਸਰਕਾਰ ’ਤੇ ਸਿਆਸੀ ਹਮਲੇ ਵੀ ਕੀਤੇ ਗਏ। ਜ਼ਿਕਰਯੋਗ ਹੈ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਲੁਧਿਆਣਾ ਪੱਛਮੀ ਸੀਟ ਖਾਲੀ ਹੋਈ ਸੀ। ਜਿਸ ਲਈ ਆਉਂਦੀ 19 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਕਿ ਨਤੀਜਾ 23 ਜੂਨ ਨੂੰ ਐਲਾਨਿਆ ਜਾਵੇਗਾ। ਇਸ ਚੋਣ ਦੌਰਾਨ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਦੇਖਣ ਨੂੰ ਮਿਲੇਗਾ।

ਨੀਤੀ ਆਯੋਗ ਦੇ ਸੀਈਓ ਵੱਲੋਂ ਦਿੱਤੀ ਗਈ ਜਾਣਕਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਨੀਤੀ ਆਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀ ਬੀਵੀਆਰ ਸੁਬਰਾਮਣੀਅਮ ਨੇ ਕੌਮਾਂਤਰੀ ਮੁਦਰਾ ਫੰਡ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਪਾਨ ਨੂੰ ਪਿੱਛੇ ਛੱਡ ਕੇ ਭਾਰਤ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਅਰਥਚਾਰਾ ਬਣ ਗਿਆ ਹੈ। ‘ਵਿਕਸਤ ਭਾਰਤ 2047 ਲਈ ਵਿਕਸਤ ਸੂਬਾ’ ਬਾਰੇ 10ਵੀਂ ਨੀਤੀ ਆਯੋਗ ਗਵਰਨਿੰਗ ਕਾਊਂਸਿਲ ਦੀ ਮੀਟਿੰਗ ਦੀ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸੁਬਰਾਮਣੀਅਮ ਨੇ ਕਿਹਾ ਕਿ ਭਾਰਤ ਦਾ ਅਰਥਚਾਰਾ ਚਾਰ ਖਰਬ ਅਮਰੀਕੀ ਡਾਲਰ ਦੇ ਅੰਕੜੇ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ, ‘‘ਮੈਂ ਜਦੋਂ ਇਹ ਕਹਿ ਰਿਹਾ ਹਾਂ, ਤਾਂ ਅਸੀਂ ਚਾਰ ਖਰਬ ਅਮਰੀਕੀ ਡਾਲਰ ਦਾ ਅਰਥਚਾਰਾ ਹਾਂ, ਅਤੇ ਇਹ ਮੇਰਾ ਡੇਟਾ ਨਹੀਂ ਹੈ। ਇਹ ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਦਾ ਡੇਟਾ ਹੈ। ਅੱਜ ਭਾਰਤ, ਜਪਾਨ ਨਾਲੋਂ ਵੱਡਾ ਅਰਥਚਾਰਾ ਹੈ। ਭਾਰਤ ਨਾਲੋਂ ਵੱਡੇ ਅਰਥਚਾਰਿਆਂ ਵਿੱਚ ਸਿਰਫ ਅਮਰੀਕਾ, ਚੀਨ ਤੇ ਜਰਮਨੀ ਸ਼ਾਮਲ ਹਨ ਅਤੇ ਜੇਕਰ ਅਸੀਂ ਆਪਣੀ ਯੋਜਨਾ ਅਤੇ ਸੋਚ-ਵਿਚਾਰ ’ਤੇ ਟਿਕੇ ਰਹਿੰਦੇ ਹਾਂ, ਤਾਂ ਇਹ ਅਗਲੇ ਦੋ-ਢਾਈ ਤੋਂ ਲੈ ਕੇ ਤਿੰਨ ਸਾਲਾਂ ਦੀ ਗੱਲ ਹੈ; ਅਸੀਂ ਤੀਜਾ ਸਭ ਤੋਂ ਵੱਡਾ ਅਰਥਚਾਰਾ ਬਣ ਜਾਵਾਂਗੇ।

 

ਜੱਦੀ ਪਿੰਡ ਉਭਾਵਾਲ ’ਚ ਹੋਣਗੀਆਂ ਸਸਕਾਰ ਦੀਆਂ ਅੰਤਿਮ ਰਸਮਾਂ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਲੰਘੇ ਕੱਲ੍ਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ। ਉਹ 89 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਸੰਗਰੂਰ ਜ਼ਿਲ੍ਹੇ ’ਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ’ਚ ਭਲਕੇ 30 ਮਈ ਨੂੰ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਚੰਡੀਗੜ੍ਹ ਤੋਂ ਸੰਗਰੂਰ ਲਿਆਂਦਾ ਜਾਵੇਗਾ, ਜਿੱਥੇ ਉਨ੍ਹਾਂ ਦੀ ਰਿਹਾਇਸ਼ ਨੇੜੇ ਨਾਨਕਿਆਣਾ ਚੌਕੇ ਵਿਖੇ ਸੁਖਦੇਵ ਸਿੰਘ ਢੀਂਡਸਾ ਦੀ ਮਿ੍ਰਤਕ ਦੇਹ ਨੂੰ 2 ਵਜੇ ਤੱਕ ਆਮ ਲੋਕਾਂ ਲਈ ਅੰਤਿਮ ਦਰਸ਼ਨਾਂ ਦੇ ਲਈ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਯਾਤਰਾ ਸ਼ੁਰੂ ਹੋਵੇਗੀ ਅਤੇ ਬਾਅਦ ਦੁਪਹਿਰ 3 ਵਜੇ ਉਨ੍ਹਾਂ ਦੇ  ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੱਜ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 2 ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਸੁਖਦੇਵ ਸਿੰਘ ਢੀਂਡਸਾ ਦੇ ਆਮ ਲੋਕਾਂ ਨੇ ਅੰਤਿਮ ਦਰਸ਼ਨ ਕੀਤੇ।

ਪਰਿਵਾਰਕ ਸਬੰਧਾਂ ਤੋਂ ਵੀ ਕੀਤਾ ਕਿਨਾਰਾ

ਪਟਨਾ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਐਤਵਾਰ ਨੂੰ ਆਪਣੇ ਵੱਡੇ ਪੁੱਤਰ ਤੇਜਪ੍ਰਤਾਪ ਯਾਦਵ ਨੂੰ ਉਸ ਦੇ ‘ਗ਼ੈਰਜ਼ਿੰਮੇਵਾਰਾਨਾ ਵਿਵਹਾਰ’ ਕਾਰਨ ਪਾਰਟੀ ’ਚੋਂ ਕੱਢ ਦਿੱਤਾ ਹੈ ਅਤੇ ਉਸ ਨਾਲ ਪਰਿਵਾਰਕ ਸਬੰਧ ਵੀ ਤੋੜ ਲਏ ਹਨ। ਲਾਲੂ ਪ੍ਰਸਾਦ ਨੇ ਦੁਪਹਿਰ ਸਮੇਂ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ਇੱਕ ਪੋਸਟ ਵਿੱਚ ਇਹ ਐਲਾਨ ਕੀਤਾ। ਲਾਲੂ ਪ੍ਰਸਾਦ ਨੇ ਕਿਹਾ, ‘‘ਨਿੱਜੀ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਦੀ ਅਣਦੇਖੀ ਸਮਾਜਿਕ ਨਿਆਂ ਲਈ ਸਾਡੇ ਸਮੂਹਿਕ ਸੰਘਰਸ਼ ਨੂੰ ਕਮਜ਼ੋਰ ਕਰਦੀ ਹੈ। ਵੱਡੇ ਪੁੱਤਰ ਦੀਆਂ ਗਤੀਵਿਧੀਆਂ, ਜਨਤਕ ਆਚਰਨ ਅਤੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਸਾਡੀਆਂ ਪਰਿਵਾਰਕ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ਮੁਤਾਬਕ ਨਹੀਂ ਹਨ। ਉਪਰੋਕਤ ਹਰਕਤਾਂ ਕਾਰਨ ਮੈਂ ਉਸਨੂੰ ਪਾਰਟੀ ਅਤੇ ਪਰਿਵਾਰ ਤੋਂ ਕੱਢਦਾ ਹਾਂ। ਹੁਣ ਤੋਂ ਉਸਦੀ ਪਾਰਟੀ ਅਤੇ ਪਰਿਵਾਰ ਵਿੱਚ ਕਿਸੇ ਕਿਸਮ ਦੀ ਕੋਈ ਭੂਮਿਕਾ ਨਹੀਂ ਹੋਵੇਗੀ। ਉਸਨੂੰ ਛੇ ਸਾਲਾਂ ਲਈ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ। 

ਪ੍ਰਸ਼ਾਸਨਿਕ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਵਾਸ਼ਿੰਗਟਨ/ਬਿਊਰੋ ਨਿਊਜ਼ : ਟੈਸਲਾ ਕਾਰ ਕੰਪਨੀ ਦੇ ਮਾਲਕ ਅਤੇ ਅਮਰੀਕੀ ਅਰਬਪਤੀ ਐਲਨ ਮਸਕ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਾਥ ਛੱਡ ਦਿੱਤਾ ਹੈ ਅਤੇ ਉਨ੍ਹਾਂ ਪ੍ਰਸ਼ਾਸਨਿਕ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਜਾਣਕਾਰੀ ਦਿੱਤੀ। ਉਨ੍ਹਾਂ ਐਕਸ ’ਤੇ ਲਿਖਿਆ ਕਿ ਵਿਸ਼ੇਸ਼ ਸਰਕਾਰੀ ਕਰਮਚਾਰੀ ਵਜੋਂ ਮੇਰਾ ਨਿਰਧਾਰਤ ਸਮਾਂ ਪੂਰਾ ਹੋ ਗਿਆ ਹੈ, ਜਿਸ ਲਈ ਉਹ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਧੰਨਵਾਦ ਕਰਦੇ ਹਨ। ਜ਼ਿਕਰਯੋਗ ਹੈ ਕਿ ਟਰੰਪ ਵੱਲੋਂ ਮਸਕ ਨੂੰ ਡਿਪਾਰਟਮੈਂਟ ਆਫ਼ ਗਵਰਨਮੈਂਟ ਐਫੀਸੈਂਸੀ ਦਾ ਜਿੰਮਾ ਦਿੱਤਾ ਗਿਆ ਸੀ, ਜਿਸ ਦਾ ਮੁੱਖ ਕੰਮ ਸਰਕਾਰ ਦੀ ਫਿਜ਼ੂਲਖਰਚੀ ਨੂੰ ਘੱਟ ਕਰਨਾ ਸੀ। ਧਿਆਨ ਰਹੇ ਕਿ ਲੰਘੇ ਦਿਨੀਂ ਐਲਨ ਮਸਕ ਨੇ ਇਸ਼ਾਰਾ ਦਿੰਦਿਆਂ ਕਿਹਾ ਸੀ ਕਿ ਉਹ ਆਪਣੀ ਕਾਰ ਕੰਪਨੀ ਟੈਸਲਾ ਅਤੇ ਸਪੇਸ ਐਕਸ ਦੇ ਕਾਰੋਬਾਰ ਵੱਲੋਂ ਧਿਆਨ ਦੇਣਗੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਸਕ ਦੇ ਅਸਤੀਫ਼ੇ ਦਾ ਕੋਈ ਸਪੱਸ਼ਟ ਕਾਰਨ ਸਾਹਮਣੇ ਨਹੀਂ ਆਇਆ।

 

ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ

ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਦੀ ਟੀਮ ਵੱਲੋਂ ਸ਼ਨੀਵਾਰ ਨੂੰ ਜ਼ਿਲ੍ਹਾ ਸੈਸ਼ਨ ਕੋਰਟ ਵਿਚ ਲੈ ਕੇ ਪਹੁੰਚੀ ਤੇ ਉਸ ਨੂੰ ਜੱਜ ਦੇ ਸਾਹਮਣੇ ਪੇਸ਼ ਕੀਤਾ। ਅਦਾਲਤ ਤੋਂ ਵਿਜੀਲੈਂਸ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 5 ਦਿਨ ਦਾ ਰਿਮਾਂਡ ਦਿੱਤਾ ਹੈ। ਇਹ ਜਾਣਕਾਰੀ ਵਕੀਲ ਨਵੀਨ ਚੱਢਾ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਸ਼ੁੱਕਰਵਾਰ ਸਵੇਰੇ 8.30 ਵਜੇ ਉਨ੍ਹਾਂ ਦੇ ਅਸ਼ੋਕ ਨਗਰ ਸਥਿਤ ਘਰ ਤੋਂ ਛਾਪੇਮਾਰੀ ਕਰ ਕੇ ਗਿ੍ਰਫ਼ਤਾਰ ਕਰ ਲਿਆ ਸੀ। ਆਰੋਪ ਹੈ ਕਿ ਰਮਨ ਅਰੋੜਾ ਨੇ ਪਹਿਲਾਂ ਹੀ ਗਿ੍ਰਫ਼ਤਾਰ ਜਲੰਧਰ ਨਗਰ ਨਿਗਮ ਦੇ ਏਟੀਪੀ ਸੁਖਦੇਵ ਵਸ਼ਿਸ਼ਠ ਨਾਲ ਮਿਲੀਭੁਗਤ ਕਰ ਕੇ ਲੋਕਾਂ ਨੂੰ ਉਨ੍ਹਾਂ ਦੇ ਨਿਰਮਾਣ ਨਾਲ ਸਬੰਧਤ ਝੂਠੇ ਨੋਟਿਸ ਭਿਜਵਾਏ ਅਤੇ ਫਿਰ ਕਾਰਵਾਈ ਰੁਕਵਾਉਣ ਤੇ ਮਾਮਲਾ ਰਫਾ-ਦਫਾ ਕਰਨ ਦੇ ਬਦਲੇ ਮੋਟੀਆਂ ਰਕਮਾਂ ਵਸੂਲੀਆਂ। 

 

23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਲਈ ਵੋਟਿੰਗ 19 ਜੂਨ ਨੂੰ ਹੋਵੇਗੀ। ਇਸ ਸਬੰਧੀ ਐਲਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਐਤਵਾਰ ਨੂੰ ਕੀਤਾ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 26 ਮਈ ਤੋਂ ਭਰਨੀਆਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ 2 ਜੂਨ ਤੱਕ ਭਰੀਆਂ ਜਾਣਗੀਆਂ। ਇਸ ਤੋਂ ਬਾਅਦ 3 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 5 ਜੂਨ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਜ਼ਿਮਨੀ ਚੋਣਾਂ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦੇਹਾਂਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਜਿਸ ’ਤੇ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ। ਆਮ ਆਦਮੀ ਪਾਰਟੀ ਨੇ ਇਸ ਜ਼ਿਮਨੀ ਚੋਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਉਮੀਦਵਾਰ ਹਨ। 

ਕਿਹਾ : ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਨਵੀਂ ਦਿੱਲੀ ’ਚ ਹੋਈ ਨੀਤੀ ਆਯੋਗ ਦੀ ਮੀਟਿੰਗ ਵਿਚ ਸ਼ਾਮਲ ਹੋਏ। ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਅਤੇ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇਪੂਰਨ ਸਲੂਕ ਗੈਰ-ਵਾਜਬ ਅਤੇ ਗਲਤ ਹੈ।  ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਮੰਚ ’ਤੇ ਸੂਬੇ ਨਾਲ ਸਬੰਧਤ ਮਹੱਤਵਪੂਰਨ ਮੁੱਦੇ ਉਠਾਏ ਅਤੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ਦੇ ਮੱਦੇਨਜਰ ਸਤਲੁਜ-ਯਮੁਨਾ ਲਿੰਕ ਨਹਿਰ ਦੀ ਬਜਾਏ ਯਮੁਨਾ-ਸਤਲੁਜ-ਲਿੰਕ (ਵਾਈਐੱਸਐਲ) ਨਹਿਰ ਦੇ ਨਿਰਮਾਣ ’ਤੇ ਵਿਚਾਰ ਕਰਨ ’ਤੇ ਜੋਰ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਰਾਵੀ, ਬਿਆਸ ਅਤੇ ਸਤਲੁਜ ਦਰਿਆ ਪਹਿਲਾਂ ਹੀ ਪਾਣੀ ਪੱਖੋਂ ਘਾਟੇ ਵਿੱਚ ਹਨ ਅਤੇ ਵਾਧੂ ਪਾਣੀ ਨੂੰ ਘਾਟੇ ਵਾਲੇ ਬੇਸਿਨਾਂ ਵਿੱਚ ਮੋੜਿਆ ਜਾਣਾ ਚਾਹੀਦਾ ਹੈ।

ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ

ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਐਤਵਾਰ ਨੂੰ ਸੰਗਤ ਵਾਸਤੇ ਖੋਲ੍ਹ ਦਿੱਤੇ ਗਏ ਅਤੇ ਸਿੱਖ ਧਾਰਮਿਕ ਪਰੰਪਰਾਵਾਂ ਦੇ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਹੈ। ਪਹਿਲੇ ਦਿਨ ਲਗਭਗ 5 ਹਜਾਰ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਸਵੇਰੇ ਜਦੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ੍ਹੇ ਗਏ ਤਾਂ ਗ੍ਰੰਥੀ ਗਿਆਨੀ ਮਿਲਾਪ ਸਿੰਘ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਰਬਾਰ ਹਾਲ ’ਚ ਸੁਸ਼ੋਭਿਤ ਕੀਤੇ। ਇਸ ਮੌਕੇ ਪੰਜ ਪਿਆਰੇ ਅਗਵਾਈ ਕਰ ਰਹੇ ਸਨ ਅਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸਬਦ ਗਾਇਨ ਕੀਤੇ ਗਏ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਫਿਲਹਾਲ ਬਰਫ ਜੰਮੀ ਹੋਈ ਹੈ ਪਰ ਸੰਗਤਾਂ ਨੇ ਸਰਧਾ ਭਾਵ ਨਾਲ ਸਰੋਵਰ ਵਿੱਚ ਇਸਨਾਨ ਕੀਤਾ। ਇਥੇ ਪ੍ਰਬੰਧਕਾਂ ਵੱਲੋਂ ਫੁੱਲਾਂ ਦੇ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ। ਸਵੇਰੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਮਗਰੋਂ ਅਰਦਾਸ ਕੀਤੀ ਗਈ। 

 

ਭਲਕੇ ਐਤਵਾਰ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਸਰਧਾਲੂਆਂ ਦੀ ਆਸਥਾ ਦੇ ਕੇਂਦਰ ਅਤੇ ਉੱਤਰਾਖੰਡ ਵਿਚ ਹਿਮਾਲਿਆ ਦੀਆਂ ਬਰਫ ਲੱਦੀਆਂ ਉੱਚੀਆਂ ਚੋਟੀਆਂ ਉਤੇ ਸਥਿਤ ਪਵਿੱਤਰ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਐਤਵਾਰ, 25 ਮਈ ਨੂੰ ਸਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਕਿਵਾੜ ਖੁੱਲ੍ਹਣ ਤੋਂ ਇੱਕ ਦਿਨ ਪਹਿਲਾਂ ਇਸ ਸਾਲਾਨਾ ਧਾਰਮਿਕ ਯਾਤਰਾ ਦਾ ਆਰੰਭ ਕਰਦਿਆਂ ਪਹਿਲਾ ਜਥਾ ਸ਼ਨਿੱਚਰਵਾਰ ਸਵੇਰੇ ‘ਪੰਜ ਪਿਆਰਿਆਂ’ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੋਬਿੰਦ ਧਾਮ, ਘਾਂਗਰੀਆ ਲਈ ਰਵਾਨਾ ਹੋ ਗਿਆ। ਮੀਡੀਆ ਰਿਪੋਰਟਾਂ ਅਨੁਸਾਰ, ਹੁਣ ਤੱਕ 67,377 ਸਰਧਾਲੂਆਂ ਨੇ ਯਾਤਰਾ ਲਈ ਰਜਿਸਟਰੇਸਨ ਕਰਵਾਈ ਹੈ, ਜਦੋਂ ਕਿ 4,800 ਤੋਂ ਵੱਧ ਯਾਤਰੀਆਂ ਨੇ ਪਹਿਲੇ ਦਿਨ ਦੇ ਦਰਸਨਾਂ ਲਈ ਰਜਿਸਟਰੇਸਨ ਕਰਵਾਈ ਹੈ।  ਜਾਣਕਾਰੀ ਮੁਤਾਬਕ 3,500 ਤੋਂ ਵੱਧ ਸਰਧਾਲੂ ਅੱਜ ਗੁਰਦੁਆਰਾ ਗੋਬਿੰਦ ਘਾਟ ਤੋਂ ਯਾਤਰਾ ਦੇ ਰਸਮੀ ਉਦਘਾਟਨ ਸਮੇਂ ਅਗਲੇ ਪੜਾਅ ਲਈ ਰਵਾਨਾ ਹੋ ਗਏ ਹਨ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.